6 Views
ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕੀਤੀ ਮੰਗ
ਲਹਿਰਾ ਮੁਹੱਬਤ,22 ਜੁਲਾਈ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ‘ਆਪ ਸਰਕਾਰ’ ਦੀ ਵਾਅਦਾ-ਖਿਲਾਫ਼ੀ ਦੇ ਵਿਰੋਧ ਵਜੋਂ ਪਲਾਂਟ ਦੇ ਮੁੱਖ ਗੇਟ ਨੂੰ ਜਾਮ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਸਮੇਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਲਛਮਣ ਸਿੰਘ ਰਾਮਪੁਰਾ ਅਤੇ ਹਰਦੀਪ ਸਿੰਘ ਤੱਗੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜ਼ਕਾਲ ਵਿੱਚ ਹਾਲੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ।
ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਜਲੰਧਰ ਜਿਮਨੀ ਚੋਣ ਦੌਰਾਨ 05 ਜੁਲਾਈ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਇਕੱਤਰਤਾ ਕਰਕੇ ਰੋਸ਼ ਪ੍ਰਦਰਸ਼ਨ ਕਰਨ ਦੇ ਐਲਾਨ ਮਗਰੋਂ ਮੁੱਖ ਮੰਤਰੀ ਪੰਜਾਬ ਵੱਲੋੰ 01 ਜੁਲਾਈ ਨੂੰ ‘ਮੋਰਚੇ’ ਦੀ ਸੂਬਾ ਕਮੇਟੀ ਨਾਲ਼ ਜਲੰਧਰ ਵਿਖੇ ਪੈਨਲ ਮੀਟਿੰਗ ਕੀਤੀ ਸੀ ਅਤੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਤੇ ਵਿਸਥਾਰ-ਪੂਰਵਕ ਚਰਚਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਸਬ-ਕਮੇਟੀ ਮੰਤਰੀਆਂ ਅਤੇ ਸਰਕਾਰ ਦੇ ਅਧਿਕਾਰੀਆਂ ਵੱਲੋੰ 20 ਜੁਲਾਈ ਨੂੰ ਇੱਕ ਵਾਰ ਫ਼ਿਰ ਪੈਨਲ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਹੱਲ ਕਰਨ ਦਾ ਭਰੋਸ਼ਾ ਦਿੱਤਾ ਗਿਆ ਸੀ।
ਮੋਰਚੇ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਅਧਿਕਾਰੀ “ਹਿਮਾਂਸ਼ੂ ਜੈਨ” ਨਾਲ਼ ਮੀਟਿੰਗ ਸੰਬੰਧੀ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਪਹਿਲਾਂ ਦੀ ਤਰਾਂ ਹੀ ਮੁੱਖ ਮੰਤਰੀ ਪੰਜਾਬ ਦੇ ਜਰੂਰੀ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ 24 ਜੁਲਾਈ ਨੂੰ ਜਲੰਧਰ ਵਿਖੇ CM ਦੀ ਕੋਠੀ ਵਿੱਚ ਮੀਟਿੰਗ ਕਰਨ ਦਾ ਇੱਕ ਵਾਰ ਫ਼ਿਰ ਤੋਂ ਲਾਰਾ ਲਾ ਦਿੱਤਾ ਹੈ,ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾਉਣਾ ਚਾਹੁੰਦੀ ਹੈ,ਜਿਸ ਦੇ ਵਿਰੋਧ ਵਜੋਂ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ।