ਬਠਿੰਡਾ, 24 ਜੁਲਾਈ : ਰੁਜ਼ਗਾਰ ਗਰੰਟੀ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਤੇ ਮਕਾਨ ਉਸਾਰੀ ਲਈ ਗ੍ਰਾਂਟਾਂ ਦੇਣ, ਪੈਨਸ਼ਨਾਂ ਦੀ ਰਾਸ਼ੀ ਵਧਾ ਕੇ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਚੋਣ ਗਰੰਟੀ ਮੁਤਾਬਕ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਤਹਿਤ ਰਸੋਈ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਡਿੱਪੂਆਂ ’ਤੇ ਦੇਣ ਅਤੇ ਕਾਲਜਾਂ ਚ ਦਾਖ਼ਲ ਹੋਣ ਵਾਲੇ ਐਸ ਸੀ ਵਿਦਿਆਰਥੀਆਂ ਤੋਂ ਪੀ ਟੀ ਏ ਫੰਡ ਵਸੂਲਣਾ ਬੰਦ ਕਰਨ ਆਦਿ ਮੰਗਾਂ ਨੂੰ ਲੈਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 18 ਅਗਸਤ ਨੂੰ ਆਪ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾਣਗੇ।
ਇਹ ਜਾਣਕਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਵੱਲੋਂ ਪਿੰਡ ਜੀਦਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਮੇਟੀ ਮੀਟਿੰਗ ਉਪਰੰਤ ਜ਼ਾਰੀ ਕੀਤੇ ਲਿਖਤੀ ਬਿਆਨ ਰਾਹੀਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਵਿੱਤ ਸਕੱਤਰ ਹਰਮੇਸ਼ ਮਾਲੜੀ ਤੋਂ ਇਲਾਵਾ ਸੂਬਾ ਕਮੇਟੀ ਮੈਂਬਰ ਮੇਜ਼ਰ ਸਿੰਘ ਕਾਲੇਕੇ, ਬਲਵੰਤ ਸਿੰਘ ਬਾਘਾਪੁਰਾਣਾ ਤੇ ਗੁਰਪਾਲ ਸਿੰਘ ਨੰਗਲ ਮੌਜੂਦ ਸਨ।
ਸੁਖਬੀਰ ਬਾਦਲ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼, ਦਿੱਤਾ ਸਪੱਸ਼ਟੀਕਰਨ
ਖੇਤ ਮਜ਼ਦੂਰ ਆਗੂਆਂ ਨੇ ਦੱਸਿਆ ਕਿ 18 ਅਗਸਤ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, (ਸੰਗਰੂਰ)ਕੈਬਨਿਟ ਮੰਤਰੀ ਬਲਕਾਰ ਸਿੰਘ ( ਜਲੰਧਰ)ਸਪੀਕਰ ਕੁਲਤਾਰ ਸਿੰਘ ਸੰਧਵਾਂ (ਕੋਟਕਪੂਰਾ) ਦੀ ਰਿਹਾਇਸ਼ ਅੱਗੇ ਇੱਕ ਰੋਜ਼ਾ ਧਰਨੇ ਦਿੱਤੇ ਜਾਣਗੇ ਜਦੋਂ ਕਿ ਉਸੇ ਦਿਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਲਗਾਤਾਰ ਦਾ ਧਰਨਾ ਸ਼ੁਰੂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਧਰਨਿਆਂ ਤੋਂ ਪਹਿਲਾਂ 10 ਅਗਸਤ ਨੂੰ ਇਹਨਾਂ ਮੰਤਰੀਆਂ ਨੂੰ ਜਨਤਕ ਵਫ਼ਦ ਮਿਲਕੇ ਮੰਗ ਪੱਤਰ ਦਿੱਤੇ ਜਾਣਗੇ। ਮਜ਼ਦੂਰ ਆਗੂਆਂ ਨੇ ਦੱਸਿਆ ਕਿ ਇਹਨਾਂ ਧਰਨਿਆਂ ਦੀ ਸਫਲਤਾ ਲਈ ਪਿੰਡ ਪਿੰਡ ਮੀਟਿੰਗਾਂ, ਰੈਲੀਆਂ ਤੇ ਮੁਜ਼ਾਹਰੇ ਜਥੇਬੰਦ ਕੀਤੇ ਜਾਣਗੇ।