ਕਿਸਾਨਾਂ ਦੇ ਬੇਰਹਿਮੀ ਨਾਲ ਕਤਲੇਆਮ ਲਈ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰੋ ਤੇ ਉਸ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰੋ: ਲੋਕ ਨਿਰਮਾਣ ਮੰਤਰੀ
ਸੁਖਜਿੰਦਰ ਮਾਨ
ਲਖੀਮਪੁਰ ਖੀਰੀ/ਚੰਡੀਗੜ੍ਹ, 8 ਅਕਤੂਬਰ:ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਹੋਰ ਕੈਬਨਿਟ ਸਾਥੀਆਂ ਨਾਲ ਲਖੀਮਪੁਰ ਖੀਰੀ ਵਿਖੇ ਸ਼ਹੀਦ ਕਿਸਾਨਾਂ ਦੇ ਘਰ ਜਾ ਕੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਭਰੋਸਾ ਦਿੱਤਾ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਪੀੜਤ ਪਰਿਵਾਰਾਂ ਲਈ ਨਿਆਂ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਉਹ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰਨ ਅਤੇ ਉਸ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਲਈ ਕੇਂਦਰ ਸਰਕਾਰ ‘ਤੇ ਦਬਾਅ ਪਾਉਂਦੇ ਰਹਿਣਗੇ ਜਿਨ੍ਹਾਂ ਨੇ ਸੜਕ ‘ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਦਿਨ ਦਿਹਾੜੇ ਉਨ੍ਹਾਂ ਦਾ ਕਤਲ ਦਿਲ ਝੰਜੋੜਨ ਵਾਲੀ ਅਤੇ ਬੇਹੱਦ ਦੁਖਦਾਈ ਘਟਨਾ ਹੈ। ਸ੍ਰੀ ਸਿੰਗਲਾ ਨੇ ਅੱਗੇ ਕਿਹਾ ਕਿ ਉਹ ਉਨ੍ਹਾਂ ਕਿਸਾਨਾਂ ਲਈ ਦਿਲੋਂ ਬੇਹੱਦ ਦੁੱਖੀ ਹਨ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਤੱਕ ਵਾਰ ਦਿੱਤੀਆਂ ਪਰ ਭਾਜਪਾ ਆਗੂਆਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਕਿਸਾਨਾਂ ਨਾਲ ਬਹੁਤ ਮਾੜਾ ਵਤੀਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਭਾਜਪਾ ਆਗੂ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਹਮਲਾ ਕਰਨ ਲਈ ਸਮਾਜ ਵਿਰੋਧੀ ਤੱਤਾਂ ਨੂੰ ਉਕਸਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੇ ਕਤਲੇਆਮ ਉਪਰੰਤ ਭਾਜਪਾ ਆਗੂਆਂ ਨੇ ਸਵੈ-ਰੱਖਿਆ ਦੇ ਨਾਂ ‘ਤੇ ਆਪਣੇ ਸ਼ਬਦ ਵਾਪਸ ਲੈ ਕੇ ਯੂ-ਟਰਨ ਲੈ ਲਿਆ।
ਸ੍ਰੀ ਸਿੰਗਲਾ ਨੇ ਹਮੇਸ਼ਾ ਕਿਸਾਨਾਂ ਨਾਲ ਖੜ੍ਹੇ ਰਹਿਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਵਚਨਬੱਧਤਾ ਮੁੜ ਪ੍ਰਗਟਾਈ ਅਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
Share the post "ਵਿਜੈ ਇੰਦਰ ਸਿੰਗਲਾ ਸਾਥੀਆਂ ਸਮੇਤ ਲਖੀਮਪੁਰ ਖੀਰੀ ਵਿਖੇ ਪੀੜਤ ਪਰਿਵਾਰਾਂ ਨੂੰ ਮਿਲੇ"