ਸੁਖਜਿੰਦਰ ਮਾਨ
ਬਠਿੰਡਾ, 08 ਅਕਤੂਬਰ: ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਜ਼ਮੀਨੀ ਪੱਧਰ ’ਤੇ ਕਾਰਜ ਕੀਤੇ ਜਾਣ ਨਾ ਕਿ ਸਿਰਫ਼ ਕਾਗਜ਼ੀ ਪੱਤਰੀ ਕੰਮ ਸਾਰਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜਿਸ ਵੀ ਵਿਭਾਗ ਦੀ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨੇਪਰੇ ਚਾੜਿਆ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਪਿੰਡਾਂ ਵਿੱਚ ਕੈਂਪ ਲਗਾ ਕੇ ਪਰਾਲੀ ਸਾੜਨ ਦੇ ਦੁਰਪ੍ਰਭਾਵਾਂ ਅਤੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਆਦੇਸ਼ ਦਿੱਤੇ ਕਿ ਪਰਾਲੀ ਦੀ ਸੰਭਾਲ ਅਤੇ ਇਸਨੂੰ ਅੱਗ ਨਾ ਲਗਾਉਣ ਲਈ ਸਕੂਲਾਂ ਦੇ ਵਿਦਿਆਰਥੀਆਂ ਰਾਹੀਂ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕਰਵਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਅਤੇ ਪੰਚਾਇਤਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਪਰਾਲੀ ਦੀ ਸੰਭਾਲ ਕਰਨ ਲਈ ਅਤੇ ਇਸ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਿਤ ਉਪ-ਮੰਡਲ ਮੈਜਿਸਟ੍ਰੇਟ ਨੂੰ ਕਿਹਾ ਕਿ ਉਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਬਲਾਕ ਸਿੱਖਿਆ ਅਫ਼ਸਰਾਂ ਨਾਲ ਸਾਂਝੀ ਕਮੇਟੀ ਬਣਾ ਕੇ ਪਰਾਲੀ ਨੂੰ ਸਾੜਨ ਤੋਂ ਬਚਾਉਣ ਲਈ ਨਿਰੰਤਰ ਮੁਹਿੰਮ ਜਾਰੀ ਰੱਖਣ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਹੋਈ ਨਰਮੇ ਦੀ ਫ਼ਸਲ ਦੀ ਗਿਰਦਾਵਰੀ ਹਰ ਹਾਲਤ ਵਿੱਚ 10 ਅਕਤੂਬਰ ਤੱਕ ਮੁਕੰਮਲ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਸਮੇਂ-ਸਿਰ ਬਣਦਾ ਮੁਆਵਜ਼ਾ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ, ਐਸ.ਪੀ. ਸੁਰਿੰਦਰਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ ਰਾਣੀ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਗੁਰਬੀਰ ਸਿੰਘ ਢਿੱਲੋਂ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਅੰਮਿ੍ਰਤਪਾਲ ਸਿੰਘ ਸਿੱਧੂ, ਡਿਪਟੀ ਡਾਇਰੈਕਟਰ ਬਾਗਵਾਨੀ ਡਾ. ਜਸਪਾਲ ਸਿੰਘ, ਐਸ.ਡੀ.ਓ. ਪ੍ਰਦੂਸ਼ਣ ਕੰੰਟਰੋਲ ਬੋਰਡ ਸ਼੍ਰੀ ਰਵੀ ਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਮੇਵਾ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਸ਼ਿਵਪਾਲ, ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਜਗਦੀਸ਼ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਮੌੜ ਡਾ. ਡੂੰਘਰ ਸਿੰਘ ਬਰਾੜ, ਬਲਾਕ ਖੇਤੀਬਾੜੀ ਅਫ਼ਸਰ ਰਾਮਪੁਰਾ ਡਾ. ਧਰਮਿੰਦਰ ਜੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਸੰਗਤ ਡਾ. ਧਰਮਪਾਲ ਮੌਰੀਆ, ਿਸ਼ੀ ਵਿਗਿਆਨ ਕੇਂਦਰ ਵੱਲੋਂ ਡਾ. ਗੁਰਮੀਤ ਢਿੱਲੋਂ ਅਤੇ ਰਿਜ਼ਨਲ ਰਿਸਰਚ ਸੈਂਟਰ ਵੱਲੋਂ ਡਾ. ਜਗਦੀਸ਼ ਗਰੋਵਰ ਆਦਿ ਅਧਿਕਾਰੀ ਹਾਜ਼ਰ ਸਨ।
Share the post "ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਨਰਮੇ ਦੀ ਫ਼ਸਲ ਦੀ ਗਿਰਦਾਵਰੀ 10 ਤੱਕ ਹੋਵੇਗੀ ਮੁਕੰਮਲ"