34 Views
ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਅਸਤੀਫਾ ਨਾ ਮਨਜੂਰ ਕਰਨ ਦੇ ਦਿੱਤੇ ਆਦੇਸ਼
ਸ੍ਰੀ ਅੰਮ੍ਰਿਤਸਰ ਸਾਹਿਬ, 16 ਅਕਤੂਬਰ: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਦੇਰ ਸ਼ਾਮ ਅਸਤੀਫਾ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵੀ ਉਹਨਾਂ ਦੇ ਹੱਕ ਵਿੱਚ ਆ ਗਏ ਹਨ। ਦੇਰ ਸ਼ਾਮ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਕੀਤੀ ਇੱਕ ਵੀਡੀਓ ਦੇ ਵਿੱਚ ਇਸ ਘਟਨਾਕਰਮ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਆਦੇਸ਼ ਦਿੱਤਾ ਹੈ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕਰਨ ਅਤੇ ਨਾਲ ਹੀ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਵੀ ਆਪਣੇ ਅਸਤੀਫੇ ‘ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਜੇਕਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ ਤਾਂ ਉਹ ਵੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਆਪਣਾ ਅਸਤੀਫਾ ਸੌਂਪ ਦੇਣਗੇ।
ਗਿਆਨੀ ਰਘਬੀਰ ਸਿੰਘ ਨੇ ਵਾਪਰ ਰਹੇ ਇਸ ਘਟਨਾ ਕਰਮ ਨੂੰ ਹੁਣ ਤੱਕ ਦੇ ਸਿੱਖ ਇਤਿਹਾਸ ਦੇ ਵਿੱਚ ਸਭ ਤੋਂ ਮੰਦਭਾਗਾ ਕਰਾਰ ਦਿੰਦਿਆਂ ਇਸਦੇ ਲਈ ਵਿਰਸਾ ਸਿੰਘ ਵਲਟੋਹਾ ਨੂੰ ਸਿੱਧੇ ਢੰਗ ਨਾਲ ਜਿੰਮੇਵਾਰ ਠਹਿਰਾਇਆ ਹੈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੋ ਕੇ ਇਹ ਸਪਸ਼ਟ ਕੀਤਾ ਹੈ ਕਿ ਉਹਨਾਂ ਨੂੰ ਧਮਕੀਆਂ ਤੋਂ ਇਲਾਵਾ ਉਹਨਾਂ ਦੀਆਂ ਬੱਚੀਆਂ ਬਾਰੇ ਵੀ ਗਲਤ ਸ਼ਬਦਾਂ ਵਾਲੀ ਵਰਤੀ ਜਾ ਰਹੀ ਹੈ, ਉਹ ਕਿਸੇ ਵੀ ਸਿੱਖ ਲਈ ਸ਼ੋਭਾ ਨਹੀਂ ਦਿੰਦਾ। ਗਿਆਨੀ ਰਘਬੀਰ ਸਿੰਘ ਨੇ ਇਸ ਗੱਲ ਦਾ ਵੀ ਖੁਲਾਸਾ ਕੀਤਾ ਕਿ ਉਹਨਾਂ ਦੇ ਵਿਦੇਸ਼ ਵਿਚ ਵਸਦੇ ਬੱਚਿਆਂ ਦੀ ਵੀ ਇਸੇ ਤਰ੍ਹਾਂ ਰੈਕੀ ਕੀਤੀ ਗਈ ਸੀ। ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਮਾਫ਼ੀ ਦਿਵਾਉਣ ਅਤੇ ਬੇਅਦਬੀ ਕਾਂਡ ਦੇ ਵਿੱਚ ਕੋਈ ਕਾਰਵਾਈ ਨਾ ਕਰਨ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਉਨ੍ਹਾਂ ਵਿਰੁੱਧ ਆਈ ਸ਼ਿਕਾਇਤ ਤੋਂ ਬਾਅਦ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਉਸਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਸੀ
ਅਤੇ ਹੁਣ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਤਖਤ ਸਾਹਿਬ ਦੇ ਜਥੇਦਾਰਾਂ ਉੱਪਰ ਆਰਐਸਐਸ ਅਤੇ ਭਾਜਪਾ ਦੇ ਦਬਾਅ ਹੇਠ ਆ ਕੇ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਵਿੱਚ ਕੋਈ ਅਗਲੀ ਕਾਰਵਾਈ ਨਾ ਕਰਨ ਦੇ ਦੋਸ਼ ਲਾਏ ਜਾ ਰਹੇ ਸਨ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੀਤੇ ਕੱਲ ਵਿਰਸਾ ਸਿੰਘ ਵਲਟੋਹਾ ਨੂੰ ਤਲਬ ਕੀਤਾ ਗਿਆ ਸੀ ਅਤੇ ਉਸਦੇ ਵਿਰੁੱਧ ਸਖਤ ਕਾਰਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਆਦੇਸ਼ ਦਿੱਤਾ ਸੀ ਕਿ ਵਲਟੋਹਾ ਨੂੰ ਤੁਰੰਤ ਪ੍ਰਭਾਵ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦਿਆਂ ਤੋਂ ਬਰਖਾਸਤ ਕੀਤਾ ਜਾਵੇ। ਹਾਲਾਂਕਿ ਇਹ ਫੈਸਲਾ ਆਉਂਦੇ ਹੀ ਖੁਦ ਵਲਟੋਹਾ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਪ੍ਰੰਤੂ ਇਸਦੇ ਬਾਵਜੂਦ ਉਹ ਲਗਾਤਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨਿਸ਼ਾਨਾ ਬਣਾ ਰਹੇ ਸਨ। ਜਿਸ ਦੇ ਚੱਲਦੇ ਦੇਸ਼ ਸ਼ਾਮ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਸੀ।