ਨਥਾਣਾ 29 ਅਕਤੂਬਰ:ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਪਰਾਲੀ ਸਾੜਨ ਵਿਰੋਧੀ ਮੁਹਿੰਮ ਤਹਿਤ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਦੇ ਪਰਿਵਾਰਾਂ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਸਕੇ ਕਿ ਪਰਾਲੀ ਨੂੰ ਨਾ ਸਾੜ ਕੇ ਇਸ ਨੂੰ ਖੇਤਾਂ ਵਿਚ ਹੀ ਖਾਦ ਦੇ ਰੂਪ ਵਿਚ ਵਰਤਿਆ ਜਾਵੇ। ਇਸ ਵਿਸ਼ੇ ਅਧੀਨ ਸੀ ਐਚ ਸੀ ਨਥਾਣਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਨਵਦੀਪ ਕੌਰ ਸਰਾਂ ਅਤੇ ਨਥਾਣਾ ਤੋਂ ਏਡੀੳ ਡਾ. ਗੁਰਪ੍ਰੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਆਸ਼ਾ ਨੂੰ ਪਰਾਲੀ ਨਾ ਸਾੜਨ ਸਬੰਧੀ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਦਾ ਮੰਚ ਸੰਚਾਲਨ ਰੋਹਿਤ ਜਿੰਦਲ ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਕੀਤਾ।
ਇਹ ਵੀ ਪੜ੍ਹੋ: ਹੁਣ ਜਥੇਦਾਰਾਂ ਦੇ ਫੈਸਲਿਆਂ ਉਪਰ ਵੀ ਲੱਗੇਗੀ ਬੰਦਿਸ਼!, ਸ਼੍ਰੋਮਣੀ ਕਮੇਟੀ ਵੱਲੋਂ 11 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਦਾ ਫੈਸਲਾ
ਇਸ ਮੌਕੇ ਡਾਕਟਰ ਗੁਰਪ੍ਰੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ‘ਪਰਾਲੀ ਸਾੜਨ ਵਿਰੋਧੀ ਚਲਾਈ ਇਸ ਮੁਹਿੰਮ’ ਦਾ ਮੁੱਖ ਉਦੇਸ਼ ਪਰਾਲੀ ਸਾੜਨ ਨਾਲ ਪੂਰੇ ਮਨੁੱਖੀ ਜਨ-ਜੀਵਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਉਤੇ ਪੈ ਰਹੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਾਉਣਾ ਹੈ। ਡਾ. ਨੇ ਪਰਾਲੀ ਸਾੜਨ ਤੋਂ ਪੈਦਾ ਹੋਏ ਪ੍ਰਦੂਸ਼ਣ ਕਾਰਨ ਆ ਰਹੀਆਂ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਿਨੋੰ ਦਿਨ ਅਜਿਹੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ਜੋ ਵੱਧ ਰਹੇ ਪ੍ਰਦੂਸ਼ਣ ਕਾਰਨ ਸਾਹ ਅਤੇ ਅਸਥਮਾ ਜਿਹੀਆਂ ਛਾਤੀ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਬਲਾਕ ਐਕਸਟੈਨਸ਼ਨ ਐਜੂਕੇਟਰ ਰੋਹਿਤ ਜਿੰਦਲ ਅਤੇ ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰ ਪ੍ਰਸ਼ੋਤਮ ਠਾਕੁਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਰਾਹੀਂ ਆਸ਼ਾ ਵਰਕਰਾਂ ਵਲੋਂ ਕਿਸਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਦੇ ਮਾਰੂ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਨਵੀਆਂ ਪੰਚਾਇਤਾਂ ਨਾਲ ਕੀਤੀਆਂ ਜਾਣ ਮੀਟਿੰਗਾਂ : ਡਿਪਟੀ ਕਮਿਸ਼ਨਰ
ਉਨ੍ਹਾਂ ਆਸ਼ਾ ਵਰਕਰਾਂ ਨੂੰ ਘਰ ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਅਪੀਲ ਕਰਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਪਰਾਲੀ ਨਾ ਸਾੜ ਕੇ ਇਸ ਨੂੰ ਖੇਤ ਵਿਚ ਹੀ ਖਾਦ ਵਜੋਂ ਵਰਤਿਆ ਜਾ ਸਕਦਾ ਹੈ। ਇਸ ਵਾਸਤੇ ਵਰਤੀ ਜਾਂਦੀ ਮਸ਼ੀਨਰੀ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਇਸ ਮੌਕੇ ਸੱਦਾ ਦਿੱਤਾ ਕਿ ਕਿਸਾਨੀ ਨੂੰ ਫਸਲੀ ਚੱਕਰ ਵਿੱਚੋਂ ਬਾਹਰ ਆ ਕੇ ਝੋਨੇ ਦੀ ਥਾਂ ਹੋਰ ਫ਼ਸਲਾਂ ਨੂੰ ਪੈਦਾ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਝੋਨੇ ਨਾਲ ਜਿੱਥੇ ਹਵਾ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ ਉੱਥੇ ਧਰਤੀ ਹੇਠਲਾ ਪਾਣੀ ਵੀ ਹੇਠਾਂ ਜਾ ਰਿਹਾ ਹੈ। ਇਸ ਮੌਕੇ ਸੁਖਜੀਤ ਸਿੰਘ ਨੇ ਵੀ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ।