ਸੁਖਜਿੰਦਰ ਮਾਨ
ਨਵੀਂ ਦਿੱਲੀ 20 ਨਵੰਬਰ : ਇਤਿਹਾਸ ਗਵਾਹ ਹੈ ਕਿ ਲੋਕ ਤਾਕਤ ਅੱਗੇ ਕੋਈ ਵੀ ਲੋਕਾਂ ਦੀ ਦੁਸ਼ਮਣ ਤਾਕਤ ਖੜ੍ਹ ਨਹੀਂ ਸਕਦੀ ਭਾਵੇਂ ਉਹ ਕਿੰਨੀ ਵੀ ਤਾਕਤਵਰ, ਅੜੀਖੋਰ ਅਤੇ ਜਾਬਰ ਹੋਵੇ। ਟਿਕਰੀ ਬਾਰਡਰ ਦੀ ਸਟੇਜ ਤੋਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ, ਬਿਜਲੀ ਐਕਟ 2020 ਅਤੇ ਪਰਾਲੀ ਵਾਲੇ ਕਾਨੂੰਨਾਂ ਖ਼ਿਲਾਫ਼ ਡੇਢ ਸਾਲ ਤੋਂ ਭਾਰਤ ਦੇ ਲੱਖਾਂ ਕਿਸਾਨਾਂ ਮਜ਼ਦੂਰਾਂ ਤੇ ਹੋਰ ਲੋਕਾਂ ਦੇ ਸੰਘਰਸ਼ ਅਤੇ ਵਿਦੇਸ਼ਾਂ ਵਿੱਚ ਹੋ ਰਹੇ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਮੋਦੀ ਹਕੂਮਤ ਵੱਲੋਂ ਕਾਰਪਰੇਟਾਂ ਦੇ ਹਿੱਤਾਂ ਵਿੱਚ ਸਵਾ ਸਾਲ ਅੜੇ ਰਹਿਣ ਤੋਂ ਬਾਅਦ ਅਖ਼ੀਰ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨਾ ਸੰਯੁਕਤ ਕਿਸਾਨ ਮੋਰਚੇ ਦੀ ਸੁਚੱਜੀ ਅਗਵਾਈ ਹੇਠ ਸ਼ਾਂਤਮਈ ਅਤੇ ਦ੍ਰਿੜ੍ਹ ਇਰਾਦੇ ਨਾਲ ਮੋਰਚੇ ਵਿੱਚ ਲੱਖਾਂ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦਾ ਲਗਾਤਾਰ ਡਟੇ ਰਹਿਣਾ,700 ਦੇ ਕਰੀਬ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦੀਆਂ ਸ਼ਹਾਦਤਾਂ ਅਤੇ ਦੇਸ਼ਾਂ ਪ੍ਰਦੇਸ਼ਾਂ ਤੋਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਉੱਠ ਰਹੀਆਂ ਆਵਾਜ਼ਾਂ ਦਾ ਹੀ ਸਿੱਟਾ ਹੈ ਜਿਨ੍ਹਾਂ ਨੇ ਮੋਦੀ ਸਰਕਾਰ ਜਿਹੜੀ ਆਪਣੇ ਆਪ ਨੂੰ ਵੱਡੀ ਤਾਕਤ ਵਜੋਂ ਚਿਤਵਦੀ ਸੀ ਉਸ ਤਾਕਤ ਦੀ ਗੋਡਣੀ ਲਵਾਂ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਦੇ ਸੰਘਰਸ਼ਸ਼ੀਲ ਕਿਰਤੀ ਲੋਕਾਂ ਦੇ ਸੰਘਰਸ਼ ਸਦਕਾ ਸੁਪਰੀਮ ਕੋਰਟ ਵੱਲੋਂ ਇਕ ਕਿਸਾਨ ਆਗੂ ਨੂੰ ਕੀਤੀ ਝੂਠੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣਾ ਅਤੇ ਭਾਰਤੀ ਹਕੂਮਤ ਵੱਲੋਂ ਕਿਸਾਨਾਂ ਦੀਆਂ ਧੱਕੇ ਨਾਲ ਖੋਹੀਆਂ ਜਾ ਰਹੀਆਂ ਜਮੀਨਾਂ ਮਖ਼ਿਲਾਫ਼ ਉਨ੍ਹਾਂ ਦੀ ਸਹਿਮਤੀ ਨਾਲ ਜ਼ਮੀਨਾਂ ਅਕਵਾਇਰ ਕਰਨ ਵਾਲਾ ਕਾਨੂੰਨ ਬਣਾਉਣਾ ਲੋਕ ਤਾਕਤ ਦੇ ਕ੍ਰਿਸ਼ਮੇ ਹੋਏ ਹਨ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਲੰਮੀ ਲੜਾਈ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਸਲ ਵਿੱਚ ਇਹ ਤਾਂ ਵੱਡੀ ਲੜਾਈ ਦੀ ਸ਼ੁਰੂਆਤ ਹੈ ।
ਮਾਰੂਤੀ ਸੁਜ਼ੂਕੀ ਸਨਅਤੀ ਮਜ਼ਦੂਰ ਗੁੜਗਾਉਂ ਦੇ ਆਗੂ ਸੰਤੋਸ਼ ਕੁਮਾਰ ਨੇ ਕਿਸਾਨ ਸੰਘਰਸ਼ ਨੂੰ ਸਲਾਮ ਕਰਦਿਆਂ ਕਿਹਾ ਕਿ ਕਿਸਾਨ ਮੋਰਚੇ ਦੌਰਾਨ ਕਿਸਾਨ ਆਗੂਆਂ ਵੱਲੋਂ ਸਨਅਤੀ ਅਤੇ ਖੇਤ ਮਜ਼ਦੂਰਾਂ ਨਾਲ ਸਾਂਝ ਹੋਰ ਗੂੜ੍ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਸਾਂਝ ਨੂੰ ਲਗਾਤਾਰ ਹੋਰ ਵਧਾਉਂਦੇ ਰਹਾਂਗੇ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਸਾਂਝੇ ਸੰਘਰਸ਼ ਜਾਰੀ ਰੱਖਾਂਗੇ।
ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਮਨਜੀਤ ਸਿੰਘ ਨਿਆਲ ਅਤੇ ਸੰਗਰੂਰ ਜ਼ਿਲ੍ਹੇ ਦੇ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਕਿਸਾਨ ਮੋਰਚੇ ਦੇ ਤਿੰਨੇ ਖੇਤੀ ਕਾਲੇ ਕਾਨੂੰਨਾਂ, ਬਿਜਲੀ ਐਕਟ 2020 ਅਤੇ ਪਰਾਲੀ ਵਾਲੇ ਕਾਨੂੰਨ ਨੂੰ ਪੂਰੀ ਤਰ੍ਹਾਂ ਰੱਦ ਕਰਾਉਣ ਦਾ ਅਮਲੀ ਜਾਮਾ ਪਹਿਨਾਉਣ , ਐੱਮਐੱਸਪੀ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ , ਅੰਦੋਲਨ ਦੌਰਾਨ ਕਿਸਾਨਾਂ ਤੇ ਪਾਏ ਝੂਠੇ ਪੁਲਿਸ ਕੇਸ ਰੱਦ ਕਰਵਾਉਣ ਆਦਿ ਫ਼ੈਸਲੇ ਕਰਵਾਉਣੇ ਬਾਕੀ ਹਨ । ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਤੱਕ ਇਹ ਸੰਘਰਸ਼ ਜਾਰੀ ਰਹੇਗਾ।
ਜ਼ਿਲ੍ਹਾ ਮੋਗਾ ਦੇ ਆਗੂ ਗੁਰਦੇਵ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੁਣ ਵੋਟ ਪਾਰਟੀਆਂ ਤੋਂ ਪੂਰੀ ਤਰ੍ਹਾਂ ਉੱਠ ਚੁੱਕਿਆ ਹੈ। ਦਿੱਲੀ ਮੋਰਚੇ ਨੇ ਹੁਣ ਲੋਕਾਂ ਨੂੰ ਪੂਰੀ ਆਸ ਜਗਾਈ ਹੈ ਕਿ ਜੋ ਵੀ ਆਪਣੇ ਮੰਗਾਂ ਮਸਲੇ ਹਨ ਉਹ ਲੋਕਾਂ ਦੇ ਏਕੇ ਦੀ ਤਾਕਤ ਅਤੇ ਸੰਘਰਸ਼ ਦੇ ਜ਼ੋਰ ਹੀ ਹੱਲ ਹੋ ਸਕਦੇ ਹਨ। ਆਓ ਵੱਡੀ ਲੋਕ ਤਾਕਤ ਦੀ ਉਸਾਰੀ ਕਰੀਏ ।
Share the post "ਸਾਂਝੇ ਕਿਸਾਨ ਘੋਲ਼ ਦੀ ਜਿੱਤ ਨੇ ਸਾਬਤ ਕੀਤਾ ” ਏਕੇ ਤੇ ਸੰਘਰਸ਼ ਦਾ ਰਾਹ,”- ਸ਼ਿੰਗਾਰਾ ਸਿੰਘ ਮਾਨ"