ਧਰਨਾ ਰਾਤ ਨੂੰ ਵੀ ਜਾਰੀ, ਧਰਨੇ ਕਾਰਨ ਲੱਗੇ ਵੱਡੇ ਜਾਮ
ਸੁਖਜਿੰਦਰ ਮਾਨ
ਬਠਿੰਡਾ, 19 ਦਸੰਬਰ: ਚੋਣਾਂ ਸਮਂੇ ਕਾਂਗਰਸ ਪਾਰਟੀ ਵਲੋਂ ਸਮੂਹ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਵਾਉਣ ਲਈ ਪੰਜਾਬ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ ਹੇਠ ਅੱਜ ਲਹਿਰਾ ਮੁਹੱਬਤ ਕੋਲ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਵਾਰਾਂ ਸਹਿਤ ਧਰਨੇ ’ਤੇ ਬੈਠੇ ਠੇਕਾ ਮੁਲਾਜਮਾਂ ਨੇ ਚੰਨੀ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਠੇਕਾ ਮੁਲਾਜਮਾਂ ਦੀ ਹਿਮਾਇਤ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਆਗੂ ਸਿੰਗਾਰਾ ਸਿੰਘ ਮਾਨ ਆਦਿ ਵੀ ਪੁੱਜੇ। ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਵਰਿੰਦਰ ਸਿੰਘ ਬੀਬੀਵਾਲਾ, ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮ ਵਿਭਾਗਾਂ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਲੰਘੀ 07 ਸਤੰਬਰ ਤੋਂ 19 ਨਵੰਬਰ ਤੱਕ ਪਟਿਆਲਾ ਅਤੇ ਮੋਰਿੰਡਾ ਵਿਖੇ ਲਗਾਤਾਰ 75 ਦਿਨ ਪਰਿਵਾਰਾਂ ਸਮੇਤ ਪੱਕਾ ਮੋਰਚਾ ਲਗਾਇਆ ਗਿਆ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਹੁਣ ਲਿਆਂਦੇ ਨਵੇਂ ਐਕਟ ਪੰਜਾਬ ਪੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੂਅਲ ਬਿੱਲ 2021 ਵਿਚੋਂ ਬੋਰਡ ਤੇ ਕਾਰਪੋਰੇਸ਼ਨਾਂ ਤੋ ਇਲਾਵਾ ਆਊਟਸੋਰਸ਼ ਤੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਬਾਹਰ ਕਰ ਦਿੱਤਾ ਹੈ। ਜਿਸ ਕਾਰਨ ਥੋੜੇ ਜਿਹੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਭਰੋਸਾ ਦੇ ਕੇ ਲੱਖਾਂ ਕੱਚੇ ਮੁਲਾਜਮਾਂ ਨਾਲ ਧੱਕਾ ਕੀਤਾ ਜਾ ਰਿਹਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿਚ ਠੇਕੇਦਾਰਾਂ, ਕੰਪਨੀਆਂ, ਇਨਲਿਸਟਮੈਂਟ, ਕੇਂਦਰੀ ਸਕੀਮਾਂ ਤੇ ਹੋਰ ਕੈਟਾਗਰੀਆਂ ਰਾਹੀਂ ਕੰਮ ਕਰਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਅੱਜ ਪੰਜਾਬ ਸਰਕਾਰ ਨਾਲ ਹੋਣ ਵਾਲੀ ਪੈਨਲ ਮੀਟਿੰਗ ਵਿਚ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦਾ ਫੈਸਲਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Share the post "ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜਮਾਂ ਵਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਲਗਾਇਆ ਧਰਨਾ"