👉ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ ‘ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ ‘ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ
👉ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ
Punjab News: ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸੁਧਾਰਾਂ ਨੂੰ ਤੇਜ਼ ਕਰਨਾ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ਦੇ ਮਿਆਰਾਂ ਦਾ ਹਾਣੀ ਬਣਾਉਣਾ ਹੈ।ਇਸ ਮਿਸ਼ਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਵਿਸ਼ਵ ਬੈਂਕ ਨਾਲ ਭਾਈਵਾਲੀ ਵੀ ਕੀਤੀ ਗਈ ਹੈ। ਇਹ ਭਾਈਵਾਲੀ ਪੰਜਾਬ ਵੱਲੋਂ ਪਹਿਲਾਂ ਹੀ ਜਨਤਕ ਸਿੱਖਿਆ ਵਿੱਚ ਕੀਤੇ ਅਹਿਮ ਸੁਧਾਰਾਂ ਦੀ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਨੂੰ ਦਰਸਾਉਂਦੀ ਹੈ।ਇਸ ਪ੍ਰੋਗਰਾਮ ਲਈ ਖ਼ਰਚੇ ਜਾਣ ਵਾਲੇ 3,500 ਕਰੋੜ ਰੁਪਏ ਵਿੱਚ ਵਿਸ਼ਵ ਬੈਂਕ ਵੱਲੋਂ 2,500 ਕਰੋੜ ਰੁਪਏ ਦੀ ਕਰਜ਼ਾ ਸਹਾਇਤਾ ਅਤੇ ਪੰਜਾਬ ਸਰਕਾਰ ਵੱਲੋਂ 1,000 ਕਰੋੜ ਰੁਪਏ ਦਾ ਯੋਗਦਾਨ ਸ਼ਾਮਲ ਹੈ, ਜੋ ਇਸ ਨੂੰ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਸਿੱਖਿਆ ਸੁਧਾਰ ਨਿਵੇਸ਼ਾਂ ਵਿੱਚੋਂ ਇੱਕ ਬਣਾਉਂਦਾ ਹੈ।
ਪੰਜਾਬ ਸਿੱਖਿਆ ਕ੍ਰਾਂਤੀ 2.0 ਦੀ ਸ਼ੁਰੂਆਤ ਪੰਜਾਬ ਸਿੱਖਿਆ ਕ੍ਰਾਂਤੀ ਦੇ ਪਹਿਲੇ ਪੜਾਅ ਅਧੀਨ ਪ੍ਰਾਪਤ ਕੀਤੀ ਗਈ ਸ਼ਾਨਦਾਰ ਪ੍ਰਗਤੀ ਨੂੰ ਵੇਖਦਿਆਂ ਕੀਤੀ ਗਈ ਹੈ। ਪੰਜਾਬ ਸਿੱਖਿਆ ਕ੍ਰਾਂਤੀ ਦੇ ਪਹਿਲੇ ਪੜਾਅ ਅਧੀਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਤਸਵੀਰ ਬਦਲ ਦਿੱਤੀ ਗਈ ਹੈ ਅਤੇ ਪੰਜਾਬ ਨੂੰ ਰਾਸ਼ਟਰੀ ਸਿੱਖਿਆ ਦਰਜਾਬੰਦੀ ਵਿੱਚ ਸਿਖਰ ‘ਤੇ ਪਹੁੰਚਾਇਆ ਹੈ।ਭਾਰਤ ਸਰਕਾਰ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ, ਪੰਜਾਬ ਨੇ ਕੇਰਲਮ ਨੂੰ ਪਛਾੜਦਿਆਂ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਦੇਸ਼ ਭਰ ਵਿੱਚ ਮੋਹਰੀ ਬਣ ਕੇ ਉੱਭਰਿਆ। ਇਹ ਪ੍ਰਾਪਤੀ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਕੀਤੇ ਗਏ ਢਾਂਚਾਗਤ ਸੁਧਾਰਾਂ ਨੂੰ ਦਰਸਾਉਂਦੀ ਹੈ, ਜਿਸ ਨੇ ਕਲਾਸਰੂਮ ਲਰਨਿੰਗ ਨੂੰ ਮਜ਼ਬੂਤ ਕੀਤਾ, ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਅਤੇ ਲਗਭਗ 20,000 ਸਰਕਾਰੀ ਸਕੂਲਾਂ ਵਿੱਚ ਸਕੂਲ ਪ੍ਰਸ਼ਾਸਨ ਨੂੰ ਬਿਹਤਰ ਬਣਾਇਆ।ਪਿਛਲੇ ਦੋ ਸਾਲਾਂ ਦੌਰਾਨ ਸੂਬੇ ਵੱਲੋਂ ਕਰੀਅਰ ਲਈ ਸੇਧ ਦੇਣ ਸਬੰਧੀ ਪ੍ਰਣਾਲੀਆਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ, ਸਾਇੰਸ ਅਤੇ ਕਾਮਰਸ ਸਟ੍ਰੀਮ ਤੱਕ ਪਹੁੰਚ ਦਾ ਵਿਸਤਾਰ ਕੀਤਾ ਹੈ, ਅਧਿਆਪਕ ਸਿਖਲਾਈ ਈਕੋਸਿਸਟਮ ਨੂੰ ਮਜ਼ਬੂਤ ਕੀਤਾ ਹੈ ਅਤੇ ਹਜ਼ਾਰਾਂ ਸੰਸਥਾਵਾਂ ਵਿੱਚ ਸਕੂਲ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਇਆ ਹੈ ਤਾਂ ਜੋ ਸੁਧਾਰ ਬਿਆਨਬਾਜ਼ੀ ਤੋਂ ਅੱਗੇ ਜਾ ਕੇ ਮਾਪਣਯੋਗ ਨਤੀਜਿਆਂ ਤੱਕ ਪਹੁੰਚਾਏ ਜਾ ਸਕਣ।
ਇਹਨਾਂ ਪ੍ਰਣਾਲੀਗਤ ਸੁਧਾਰਾਂ ਨੇ ਮਜ਼ਬੂਤ ਅਤੇ ਭਰੋਸੇਯੋਗਤਾ ਦੀ ਨੀਂਹ ਰੱਖੀ ਹੈ। ਪੰਜਾਬ ਸਿੱਖਿਆ ਕ੍ਰਾਂਤੀ-2.0 ਹੁਣ ਇਹਨਾਂ ਪ੍ਰਾਪਤੀਆਂ ਨੂੰ ਸੰਸਥਾਗਤ ਬਣਾਏਗੀ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੁਨੀਆ ਦੀਆਂ ਸਭ ਤੋਂ ਬਿਹਤਰ ਸਿੱਖਿਆ ਪ੍ਰਣਾਲੀਆਂ ਦੀ ਕਤਾਰ ਵਿੱਚ ਲਿਆ ਦੇਵੇਗੀ।
ਇਹ ਵੀ ਪੜ੍ਹੋ ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਿੱਖੀਆ ਕ੍ਰਾਂਤੀ ਦੀ ਸਫਲਤਾ ਨੇ ਸੂਬੇ ਦੀ ਸਿੱਖਿਆ ਨੂੰ ਪਹਿਲਾਂ ਹੀ ਨਵਾਂ ਰੂਪ ਦੇ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ। ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪਹਿਲੇ ਨੰਬਰ ‘ਤੇ ਆਉਣਾ ਉਸ ਤਬਦੀਲੀ ਦਾ ਸਬੂਤ ਹੈ। ਪੰਜਾਬ ਸਿੱਖਿਆ ਕ੍ਰਾਂਤੀ-2.0 ਦੇ ਨਾਲ ਅਸੀਂ ਹੁਣ ਆਪਣੀ ਸਿੱਖਿਆ ਪ੍ਰਣਾਲੀ ਨੂੰ ਦੁਨੀਆ ਦੀਆਂ ਬਿਹਤਰ ਪ੍ਰਣਾਲੀਆਂ ਨਾਲ ਮੁਕਾਬਲਾ ਕਰਨ ਲਈ ਤਿਆਰ ਕਰ ਰਹੇ ਹਾਂ। ਵਿਸ਼ਵ ਬੈਂਕ ਨਾਲ ਸਹਿਯੋਗ ਉਸ ਭਰੋਸੇਯੋਗਤਾ ਤੇ ਪਾਰਦਰਸ਼ਤਾ ਨੂੰ ਦਰਸਾਉਂਦਾ ਹੈ ਜਿਸ ਨਾਲ ਪੰਜਾਬ ਨੇ ਸਿੱਖਿਆ ਸੁਧਾਰ ਕੀਤੇ ਹਨ। ਇਹ ਹਰ ਬੱਚੇ ਪ੍ਰਤੀ ਸਾਡੀ ਵਚਨਬੱਧਤਾ ਪ੍ਰਤੀ ਅਗਲੀ ਪੁਲਾਂਘ ਹੈ।”ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਨੇ ਪਹਿਲਾਂ ਹੀ ਮਹੱਤਵਪੂਰਨ ਨਤੀਜੇ ਪ੍ਰਗਟ ਕੀਤੇ ਹਨ ਅਤੇ ਅਗਲਾ ਪੜਾਅ ਸੁਧਾਰਾਂ ਦੇ ਪੈਮਾਨੇ ਅਤੇ ਡੂੰਘਾਈ ਵਿੱਚ ਹੋਰ ਵਿਸਥਾਰ ਕਰੇਗਾ। ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਸਿੱਖਿਆ ਕ੍ਰਾਂਤੀ ਨੇ ਸਾਡੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿਤੀ ਹੈ ਅਤੇ ਪੰਜਾਬ ਨੂੰ ਰਾਸ਼ਟਰੀ ਸਿੱਖਿਆ ਦਰਜਾਬੰਦੀ ਵਿੱਚ ਸਿਖਰ ‘ਤੇ ਪਹੁੰਚਾਇਆ ਹੈ। ਪੰਜਾਬ ਸਿੱਖਿਆ ਕ੍ਰਾਂਤੀ 2.0 ਹੁਣ ਰਾਸ਼ਟਰੀ ਲੀਡਰਸ਼ਿਪ ਤੋਂ ਵਿਸ਼ਵਵਿਆਪੀ ਉੱਤਮਤਾ ਤੱਕ ਸਾਡੇ ਸਫ਼ਰ ਵਿੱਚ ਤੇਜ਼ੀ ਲਿਆਵੇਗਾ। ਪੰਜਾਬ ਦਾ ਹਰ ਬੱਚਾ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਮੌਕਿਆਂ ਦਾ ਹੱਕਦਾਰ ਹੈ ਅਤੇ ਇਹ ਮਿਸ਼ਨ ਸਾਨੂੰ ਉਸ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।”
ਸੁਧਾਰਾਂ ਦੇ ਅਗਲੇ ਪੜਾਅ ਦਾ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ 3,500 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਮਿਸ਼ਨ ਕੇਂਦਰਿਤ ਅਤੇ ਨਤੀਜਾ ਅਧਾਰਤ ਦਖਲ ਰਾਹੀਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਨਤੀਜਿਆਂ ਨੂੰ ਹੋਰ ਗਹਿਰਾ ਅਤੇ ਸਥਾਈ ਬਣਾਏਗਾ। ਇਸ ਪਹਿਲਕਦਮੀ ਤਹਿਤ ਬੁਨਿਆਦੀ ਸਿੱਖਿਆ ਦੀ ਮਜ਼ਬੂਤੀ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰੇਕ ਬੱਚਾ ਢਾਂਚਾਗਤ ਮੁਲਾਂਕਣਾਂ, ਬਿਹਤਰ ਸਿੱਖਿਆ ਸ਼ਾਸਤਰ ਅਤੇ ਟੀਚਾਗਤ ਅਕਾਦਮਿਕ ਸਹਾਇਤਾ ਰਾਹੀਂ ਬੁਨਿਆਦੀ ਹੁਨਰ ਪ੍ਰਾਪਤ ਕਰੇ। ਇਸ ਪਹਿਲਕਦਮੀ ਤਹਿਤ ਸਾਇੰਸ ਅਤੇ ਕਾਮਰਸ ਸਟ੍ਰੀਮ ਤੱਕ ਪਹੁੰਚ ਵਿੱਚ ਵਾਧਾ ਕੀਤਾ ਜਾਵੇਗਾ, ਕਿੱਤਾਮੁਖੀ ਸਿੱਖਿਆ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਅਤੇ ਬਿਹਤਰ ਰੁਜ਼ਗਾਰ ਵੱਲ ਸੇਧ ਦੇਣ ਲਈ ਢਾਂਚਾਗਤ ਕਰੀਅਰ ਕਾਉਂਸਲਿੰਗ ਪ੍ਰਣਾਲੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਉਚੇਰੀ ਸਿੱਖਿਆ ਅਤੇ ਕਰੀਅਰ ਦੇ ਮਾਰਗਾਂ ਦਾ ਵਿਸਤਾਰ ਕੀਤਾ ਜਾ ਸਕੇ। ਸੂਬੇ ਭਰ ਦੇ ਵਿਦਿਆਰਥੀਆਂ ਨੂੰ ਡਿਜੀਟਲ ਰੂਪ ਵਿੱਚ ਕਾਊਂਸਲਿੰਗ, ਯੋਗਤਾ ਮੁਲਾਂਕਣ ਅਤੇ ਬਿਹਤਰ ਕਰੀਅਰ ਅਤੇ ਸਟ੍ਰੀਮ ਵਿਕਲਪਾਂ ਦੀ ਚੋਣ ਸਬੰਧੀ ਸਮਰੱਥ ਬਣਾਉਣ ਲਈ ਕਰੀਅਰ ਗਾਈਡੈਂਸ ਪੋਰਟਲ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ
ਇਹਨਾਂ ਸੁਧਾਰਾਂ ਦਾ ਉਦੇਸ਼ ਅਧਿਆਪਕ ਸਿਖਲਾਈ ਸੰਸਥਾਵਾਂ ਨੂੰ ਮਜ਼ਬੂਤ ਕਰਕੇ, ਪੇਸ਼ੇਵਰ ਵਿਕਾਸ ਪ੍ਰੋਗਰਾਮਾਂ ਨੂੰ ਆਧੁਨਿਕ ਬਣਾ ਕੇ ਅਤੇ ਵਿਆਪਕ ਸਕੂਲ ਲੀਡਰਸ਼ਿਪ ਢਾਂਚਾ ਲਾਗੂ ਕਰਕੇ ਅਧਿਆਪਕਾਂ ਅਤੇ ਸਕੂਲ ਆਗੂਆਂ ਨੂੰ ਸਸ਼ਕਤ ਬਣਾਉਣਾ ਹੈ। ਇਹ ਪਹਿਲਕਦਮੀ ਡਾਟਾ-ਅਧਾਰਿਤ ਫੈਸਲੇ ਲੈਣ ਅਤੇ ਸਕੂਲ ਪ੍ਰਬੰਧਨ ਕਮੇਟੀਆਂ ਨੂੰ ਸਸ਼ਕਤ ਬਣਾ ਕੇ ਪਾਰਦਰਸ਼ੀ ਅਤੇ ਜਵਾਬਦੇਹ ਸਕੂਲ ਪ੍ਰਬੰਧਨ ਨੂੰ ਯਕੀਨੀ ਬਣਾਏਗਾ ਤਾਂ ਜੋ ਭਾਈਚਾਰਕ ਸ਼ਮੂਲੀਅਤ ਅਤੇ ਜਵਾਬਦੇਹੀ ਨੂੰ ਮਜ਼ਬੂਤ ਕੀਤਾ ਜਾ ਸਕੇ।ਇਹ ਮਿਸ਼ਨ ਭਵਿੱਖ ਲਈ ਤਿਆਰ ਬੁਨਿਆਦੀ ਢਾਂਚਾ ਅਤੇ ਪ੍ਰਣਾਲੀਆਂ ਵੀ ਬਣਾਏਗਾ। ਇਸ ਉਦੇਸ਼ ਲਈ ਵਿਆਪਕ ਸੁਧਾਰ ਕੀਤੇ ਜਾਣਗੇ ਤਾਂ ਜੋ ਲੰਬੇ ਸਮੇਂ ਤੱਕ ਚੱਲਣ ਵਾਲੇ ਵਿਸ਼ਵਵਿਆਪੀ ਮਿਆਰਾਂ ਦੇ ਅਨੁਸਾਰ ਸੁਰੱਖਿਅਤ, ਸਥਾਈ ਅਤੇ ਡਿਜੀਟਲ ਤੌਰ ‘ਤੇ ਸਮਰੱਥ ਸਿੱਖਣ ਦਾ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ।ਪੰਜਾਬ ਸਿੱਖਿਆ ਕ੍ਰਾਂਤੀ ਨੇ ਜੋ ਨੀਂਹ ਰੱਖੀ ਸੀ, ਪੰਜਾਬ ਸਿੱਖਿਆ ਕ੍ਰਾਂਤੀ-2.0 ਹੁਣ ਉਸ ਤਬਦੀਲੀ ਦਾ ਹੋਰ ਵਿਸਥਾਰ ਕਰੇਗੀ ਅਤੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਲਈ ਤਿਆਰ ਕਰੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





