👉ਪੰਜਾਬ ਅਤੇ ਹਰਿਆਣਾ ਦਾ ਰਿਸ਼ਤਾ ਸਿਆਸੀ ਨਹੀਂ, ਸਗੋਂ ਖੂਨ ਅਤੇ ਪਰਿਵਾਰ ਦਾ ਰਿਸ਼ਤਾ ਹੈ
2029 ਤੱਕ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਭਾਜਪਾ ਦੀ ਗਾਰੰਟੀ – ਮੁੱਖ ਮੰਤਰੀ
👉ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਜਾਂ ਤਾਂ ਆਪਣਾ ਇਹ ਗੈਰ-ਕਾਨੂੰਨੀ ਧੰਦਾ ਛੱਡਣਾ ਪਵੇਗਾ ਜਾਂ ਪੰਜਾਬ ਛੱਡ ਕੇ ਕਿਤੇ ਹੋਰ ਜਾਣਾ ਪਵੇਗਾ
👉ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਹਰਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਜਪਾ ਦਾ ਪੱਲਾ ਫੜਿਆ
Patiala News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ 117 ਵਿੱਚੋਂ 92 ਸੀਟਾਂ ਦੇ ਕੇ ਇਤਿਹਾਸਕ ਫ਼ਤਵਾ ਦਿੱਤਾ ਸੀ। ਲੋਕਾਂ ਨੂੰ ਉਮੀਦ ਸੀ ਕਿ ਸੂਬੇ ਵਿੱਚੋਂ ਨਸ਼ੇ ਖ਼ਤਮ ਹੋਣਗੇ, ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਮਿਲੇਗਾ। ਆਮ ਆਦਮੀ ਪਾਰਟੀ ਨੇ ਖ਼ੁਦ ਨੂੰ ਕੱਟੜ ਇਮਾਨਦਾਰ ਦੱਸ ਕੇ ਜਨਤਾ ਦਾ ਭਰੋਸਾ ਜਿੱਤਿਆ ਸੀ, ਪਰ ਅੱਜ ਪੰਜਾਬ ਦੀ ਜਨਤਾ ਆਪਣੇ ਉਨ੍ਹਾਂ ਵਾਅਦਿਆਂ ਦਾ ਹਿਸਾਬ ਮੰਗ ਰਹੀ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੰਜਾਬ ਦੇ ਪਟਿਆਲਾ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਦੌਰਾਨ ਸਰਦਾਰ ਹਰਿੰਦਰ ਸਿੰਘ ਸਬਰਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕਾਂ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਤੁਹਾਡੇ ਸਾਰਿਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਹ ਪਟਿਆਲਾ ਦੀ ਇਸ ਪਵਿੱਤਰ ਧਰਤੀ ‘ਤੇ ਮੌਜੂਦ ਹਨ। ਪਟਿਆਲਾ ਦੀ ਧਰਤੀ ਦੇ ਕਣ-ਕਣ ਵਿੱਚ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਕੁਰਬਾਨੀਆਂ ਦੀਆਂ ਗਾਥਾਵਾਂ ਸਮਾਈਆਂ ਹੋਈਆਂ ਹਨ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਨਾਲ ਇਹ ਧਰਤੀ ਪਵਿੱਤਰ ਹੋਈ ਹੈ। ਇੱਥੇ ਸਥਿਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਸ਼ਰਧਾ ਅਤੇ ਆਸਥਾ ਦੇ ਪ੍ਰਮੁੱਖ ਕੇਂਦਰ ਹਨ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਗਿਆ ਸਰਬੱਤ ਦੇ ਭਲੇ ਦਾ ਸੰਦੇਸ਼ ਅੱਜ ਵੀ ਹਰ ਦਿਲ ਵਿੱਚ ਵੱਸਿਆ ਹੋਇਆ ਹੈ। ਇਹ ਧਰਤੀ ਬਾਬਾ ਆਲਾ ਸਿੰਘ ਜੀ ਦੀ ਬਹਾਦਰੀ ਅਤੇ ਮਹਾਰਾਜਾ ਭੁਪਿੰਦਰ ਸਿੰਘ ਜੀ ਦੀ ਵਿਰਾਸਤ ਦੀ ਵੀ ਗਵਾਹ ਹੈ।
👉ਪੰਜਾਬ ਅਤੇ ਹਰਿਆਣਾ ਦਾ ਰਿਸ਼ਤਾ ਸਿਆਸਤ ਦਾ ਨਹੀਂ, ਸਗੋਂ ਖੂਨ ਅਤੇ ਪਰਿਵਾਰ ਦਾ ਰਿਸ਼ਤਾ ਹੈ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਰਿਸ਼ਤਾ ਸਿਰਫ਼ ਸਿਆਸਤ ਦਾ ਨਹੀਂ, ਸਗੋਂ ਖੂਨ ਅਤੇ ਪਰਿਵਾਰ ਦਾ ਰਿਸ਼ਤਾ ਹੈ। ਜਦੋਂ ਪੰਜਾਬ ਦੇ ਲੋਕ ਦੁਖੀ ਹੁੰਦੇ ਹਨ ਤਾਂ ਹਰਿਆਣਾ ਦੇ ਲੋਕਾਂ ਦੇ ਦਿਲਾਂ ਵਿੱਚ ਵੀ ਪੀੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਪੰਜਾਬ ਨੇ ਦੇਸ਼ ਦਾ ਢਿੱਡ ਭਰਨ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ, ਅੱਜ ਉਸੇ ਪੰਜਾਬ ਨੂੰ ਕੁਝ ਸੁਆਰਥੀ ਲੋਕਾਂ ਨੇ ਆਪਣੇ ਸਿਆਸੀ ਹਿੱਤ ਸਾਧਣ ਲਈ ਪਿੱਛੇ ਧੱਕਣ ਦਾ ਕੰਮ ਕੀਤਾ ਹੈ।ਉਨ੍ਹਾਂ ਨੇ ਕਾਂਗਰਸ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਆਪਣੇ ਸ਼ਾਸਨਕਾਲ ਦੌਰਾਨ ਪੰਜਾਬ ਦੇ ਹਰ ਘਰ ਵਿੱਚ ਰੁਜ਼ਗਾਰ ਦੇਣ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਵਾਅਦੇ ਕੀਤੇ ਸਨ, ਪਰ ਇਨ੍ਹਾਂ ਵਾਅਦਿਆਂ ਦਾ ਨਤੀਜਾ ਜ਼ੀਰੋ ਰਿਹਾ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਉਹ ਪੰਜਾਬ ਦਾ ਭਲਾ ਕਰੇਗੀ, ਪਰ ਕਾਂਗਰਸ ਤੋਂ ਵੀ ਅੱਗੇ ਵਧ ਕੇ ਪੰਜਾਬ ਨੂੰ ਲੁੱਟਣ ਅਤੇ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਧੱਕਣ ਦਾ ਕੰਮ ਕੀਤਾ।
ਇਹ ਵੀ ਪੜ੍ਹੋ 👉ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਝੂਠੇ ਵਾਅਦੇ, ਜਨਤਾ ਨੂੰ ਮਿਲਿਆ ਨਸ਼ਾ ਅਤੇ ਬੇਰੁਜ਼ਗਾਰੀ: ਨਾਇਬ ਸਿੰਘ ਸੈਣੀ
👉ਚੁਟਕਲਿਆਂ ਨਾਲ ਨਹੀਂ, ਕੰਮ ਨਾਲ ਜਨਤਾ ਦਾ ਢਿੱਡ ਭਰਦਾ ਹੈ
ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ‘ਤੇ ਤੰਜ ਕੱਸਦਿਆਂ ਕਿਹਾ ਕਿ ਪੰਜ ਸਾਲ ਚੁਟਕਲਿਆਂ ਵਿੱਚ ਹੀ ਬਿਤਾ ਦਿੱਤੇ ਗਏ। ਉਨ੍ਹਾਂ ਕਿਹਾ ਕਿ ਚੁਟਕਲੇ ਸਿਨੇਮਾ ਹਾਲ ਵਿੱਚ ਸੁਣਨ ਨੂੰ ਚੰਗੇ ਲੱਗਦੇ ਹਨ, ਪਰ ਜਨਤਾ ਵਿੱਚ ਕੰਮ ਦੀਆਂ ਗੱਲਾਂ ਹੁੰਦੀਆਂ ਹਨ। ਚੁਟਕਲਿਆਂ ਨਾਲ ਸੂਬੇ ਦਾ ਵਿਕਾਸ ਨਹੀਂ ਹੁੰਦਾ ਅਤੇ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੁੰਦਾ ਹੈ। ਜਨਤਾ ਦੇਖਦੀ ਹੈ ਕਿ ਸਰਕਾਰ ਨੇ ਉਸ ਲਈ ਕੀ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਦੇਣ, ਬਜ਼ੁਰਗਾਂ ਨੂੰ 2,500 ਰੁਪਏ ਮਹੀਨਾਵਾਰ ਪੈਨਸ਼ਨ ਦੇਣ, ਨੌਜਵਾਨਾਂ ਨੂੰ 25 ਲੱਖ ਨੌਕਰੀਆਂ ਦੇਣ, ਕਿਸਾਨਾਂ ਦੀਆਂ ਫ਼ਸਲਾਂ ਐੱਮਐੱਸਪੀ ‘ਤੇ ਖਰੀਦਣ ਅਤੇ ਤਿੰਨ ਤੋਂ ਛੇ ਮਹੀਨਿਆਂ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਗਰੀਬਾਂ ਨੂੰ ਮਜ਼ਬੂਤ ਬਣਾਉਣ ਦੀ ਗੱਲ ਵੀ ਕਹੀ ਗਈ ਸੀ, ਪਰ ਅੱਜ ਕਿਸਾਨ, ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗ ਸਰਕਾਰ ਤੋਂ ਆਪਣੇ ਵਾਅਦਿਆਂ ਦਾ ਹਿਸਾਬ ਮੰਗ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਨਾਲ ਬਿਠਾ ਕੇ ਪੰਜਾਬ ਦੀ ਜਨਤਾ ਨੂੰ ਦੱਸਣ ਕਿ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਵਿੱਚੋਂ ਕਿੰਨੇ ਪੂਰੇ ਕੀਤੇ ਗਏ ਹਨ। ਪੰਜਾਬ ਦੇ ਕਿਸਾਨ, ਨੌਜਵਾਨ ਅਤੇ ਮਹਿਲਾਵਾਂ ਅੱਜ ਜਵਾਬ ਮੰਗ ਰਹੇ ਹਨ। ਸਿਰਫ਼ ਚੋਣਾਂ ਸਮੇਂ ਐਲਾਨ ਕਰਨ ਨਾਲ ਜਨਤਾ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ।
👉ਹਰਿਆਣਾ ਵਿੱਚ ਦੋ ਸਾਲਾਂ ਵਿੱਚ ਸੰਕਲਪ ਪੱਤਰ ਦੇ 76 ਵਾਅਦੇ ਪੂਰੇ, ਬਾਕੀ ਸੰਕਲਪਾਂ ‘ਤੇ ਤੇਜ਼ੀ ਨਾਲ ਕੰਮ ਜਾਰੀ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ। ਸੂਬਾ ਸਰਕਾਰ ਨੇ ਆਪਣੇ ਸੰਕਲਪ ਪੱਤਰ ਵਿੱਚ ਕੀਤੇ ਵਾਅਦਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਹੈ। ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ 76 ਸੰਕਲਪ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਸੰਕਲਪਾਂ ‘ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਸਾਲ 2029 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਨਤਾ ਦੇ ਵਿਚਕਾਰ ਜਾਣ ਤੋਂ ਪਹਿਲਾਂ ਸੰਕਲਪ ਪੱਤਰ ਦੇ ਇੱਕ-ਇੱਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਇਹੀ ਮੋਦੀ ਸਰਕਾਰ ਦੀ ਗਾਰੰਟੀ ਹੈ। ਇਹੀ ਭਾਜਪਾ ਸਰਕਾਰ ਦੀ ਕਾਰਜਸ਼ੈਲੀ ਹੈ ਕਿ ਜਨਤਾ ਨਾਲ ਜੋ ਵਾਅਦਾ ਕੀਤਾ ਜਾਂਦਾ ਹੈ, ਉਸ ਨੂੰ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਂਦਾ ਹੈ।
👉ਹਰਿਆਣਾ ਦੇਸ਼ ਦਾ ਪਹਿਲਾ ਸੂਬਾ, ਜਿੱਥੇ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਐਮਐਸਪੀ ‘ਤੇ ਖਰੀਦੀਆਂ ਜਾ ਰਹੀਆਂ ਹਨ
ਮੁੱਖ ਮੰਤਰੀ ਨੇ ਪੰਜਾਬ ਸਰਕਾਰ ‘ਤੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀਆਂ ਫ਼ਸਲਾਂ ਐੱਮਐੱਸਪੀ ‘ਤੇ ਖਰੀਦਣ ਦਾ ਵਾਅਦਾ ਕੀਤਾ ਸੀ, ਪਰ ਅੱਜ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਆਪਣੇ ਸੰਕਲਪ ਅਨੁਸਾਰ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਖਰੀਦਣ ਦਾ ਫ਼ੈਸਲਾ ਲਾਗੂ ਕੀਤਾ ਹੈ। ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਐੱਮਐੱਸਪੀ ‘ਤੇ ਖਰੀਦੀਆਂ ਜਾ ਰਹੀਆਂ ਹਨ। ਜੇਕਰ ਕਿਸਾਨ ਦੀ ਆਲੂ ਅਤੇ ਸਬਜ਼ੀਆਂ ਦੀ ਫ਼ਸਲ ਘੱਟ ਕੀਮਤ ‘ਤੇ ਵਿਕਦੀ ਹੈ ਤਾਂ ਭਾਵਾਂਤਰ ਭਰਪਾਈ ਯੋਜਨਾ ਰਾਹੀਂ ਉਸ ਦੀ ਭਰਪਾਈ ਕਰਨ ਦਾ ਕੰਮ ਵੀ ਸੂਬਾ ਸਰਕਾਰ ਕਰਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਫ਼ਸਲ ਖ਼ਰਾਬ ਹੋਣ ‘ਤੇ ਹਰਿਆਣਾ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਮੁਹੱਈਆ ਕਰਵਾਉਂਦੀ ਹੈ। ਪਿਛਲੇ 12 ਸਾਲਾਂ ਵਿੱਚ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 16,500 ਕਰੋੜ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਗਏ ਹਨ। ਇਸ ਤੋਂ ਇਲਾਵਾ ਪਸ਼ੂਆਂ ਦੀ ਮੌਤ ਹੋਣ ਅਤੇ ਮਕਾਨ ਨੁਕਸਾਨੇ ਜਾਣ ‘ਤੇ ਵੀ ਪ੍ਰਭਾਵਿਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਾਂ ਭਗਵੰਤ ਮਾਨ ਕਹਿੰਦੇ ਸਨ ਕਿ ਜੇਕਰ ਤੁਹਾਡੀ ਮੁਰਗੀ ਮਰ ਜਾਵੇਗੀ ਤਾਂ ਉਸ ਦਾ ਮੁਆਵਜ਼ਾ ਦੇਵਾਂਗੇ। ਮੇਰੇ ਕੋਲ ਇੰਨਾ ਪੈਸਾ ਹੈ ਕਿ ਮੈਨੂੰ ਦਿੱਲੀ ਵੱਲ ਦੇਖਣ ਦੀ ਲੋੜ ਨਹੀਂ। ਪਰ ਜਦੋਂ ਆਫ਼ਤ ਆਈ ਤਾਂ ਕੀ ਕੀਤਾ?ਉਨ੍ਹਾਂ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਪਠਾਨਕੋਟ ਪਹੁੰਚੇ ਅਤੇ ਪੰਜਾਬ ਦੇ ਕਿਸਾਨਾਂ ਨੂੰ ਲਗਭਗ 1600 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਕੰਮ ਕੀਤਾ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਨੂੰ ਵੀ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਲਈ 1500 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੇ ਕਿਸਾਨਾਂ ਲਈ ਕੇਂਦਰ ਤੋਂ ਮਿਲੀ ਸਹਾਇਤਾ ਰਾਸ਼ੀ ਕਿੱਥੇ ਖਰਚ ਕੀਤੀ ਗਈ?ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੌਰਾਨ ਪ੍ਰਭਾਵਿਤ ਪਸ਼ੂਆਂ ਨੂੰ ਬਚਾਉਣ ਲਈ ਉਨ੍ਹਾਂ ਨੇ ਤੁਰੰਤ ਹਰਿਆਣਾ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਸਨ ਕਿ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਦੀ ਟੀਮ ਦਵਾਈਆਂ ਸਮੇਤ ਪੰਜਾਬ ਭੇਜੀ ਜਾਵੇ। ਇਸ ਲਈ ਤਿੰਨ ਕਰੋੜ ਰੁਪਏ ਦੀਆਂ ਦਵਾਈਆਂ ਖਰੀਦੀਆਂ ਗਈਆਂ। ਹਰਿਆਣਾ ਦੇ ਮੁੱਖ ਸਕੱਤਰ ਲਗਾਤਾਰ ਇੱਕ ਹਫ਼ਤੇ ਤੱਕ ਪੰਜਾਬ ਦੇ ਮੁੱਖ ਸਕੱਤਰ ਤੋਂ ਡਾਕਟਰਾਂ ਦੀ ਟੀਮ ਭੇਜਣ ਦੀ ਇਜਾਜ਼ਤ ਮੰਗਦੇ ਰਹੇ, ਪਰ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਫ਼ਤ ਦੇ ਸਮੇਂ ਵੀ ਸਿਆਸਤ ਕਰਨਾ ਉਚਿਤ ਨਹੀਂ ਹੈ। ਮਨੁੱਖਤਾ ਅਤੇ ਸੇਵਾ ਦੀ ਭਾਵਨਾ ਸਭ ਤੋਂ ਉੱਪਰ ਹੋਣੀ ਚਾਹੀਦੀ ਹੈ। ਇਹ ਆਮ ਆਦਮੀ ਪਾਰਟੀ ਨਹੀਂ, ਸਗੋਂ ਖ਼ਾਸ ਆਦਮੀ ਪਾਰਟੀ ਹੈ।
ਇਹ ਵੀ ਪੜ੍ਹੋ 👉हरियाणा का किसान अपनी मेहनत और पसीने से देश के अन्न भंडार भरने में निभा रहा अहम भूमिका : मुख्यमंत्री नायब सिंह सैनी
👉ਹਰਿਆਣਾ ਵਿੱਚ ਮਹਿਲਾਵਾਂ ਨੂੰ 2,100 ਰੁਪਏ ਦੇਣ ਦਾ ਵਾਅਦਾ ਪੂਰਾ
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਹੁਣ ਚੋਣਾਂ ਨੇੜੇ ਆਉਣ ‘ਤੇ ਇਸ ਵਾਅਦੇ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਮਹਿਲਾਵਾਂ ਨੂੰ 2,100 ਰੁਪਏ ਦੇਣ ਦਾ ਸੰਕਲਪ ਲਿਆ ਸੀ। ਸਰਕਾਰ ਬਣਨ ਤੋਂ ਬਾਅਦ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਮਹਿਲਾਵਾਂ ਲਈ 5 ਹਜ਼ਾਰ ਕਰੋੜ ਰੁਪਏ ਰਾਖਵੇਂ ਰੱਖੇ ਸਨ। ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਮਹਿਲਾਵਾਂ ਨੂੰ ਇਸ ਯੋਜਨਾ ਤਹਿਤ 13 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ ਲਗਭਗ 3 ਹਜ਼ਾਰ ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਬਜ਼ੁਰਗਾਂ ਨੂੰ 3200 ਰੁਪਏ ਮਹੀਨਾਵਾਰ ਪੈਨਸ਼ਨ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਹੈ। ਅੱਜ ਹਰ ਮਹੀਨੇ ਦੀ 10 ਤਾਰੀਖ ਨੂੰ ਬਜ਼ੁਰਗਾਂ ਦੇ ਖਾਤਿਆਂ ਵਿੱਚ ਪੈਨਸ਼ਨ ਦੀ ਰਾਸ਼ੀ ਪਹੁੰਚ ਰਹੀ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 1 ਲੱਖ 80 ਹਜ਼ਾਰ ਰੁਪਏ ਤੱਕ ਦੀ ਆਮਦਨ ਵਾਲੇ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਮੁਹੱਈਆ ਕਰਵਾਉਣ ਦਾ ਵਾਅਦਾ ਵੀ ਪੂਰਾ ਕੀਤਾ ਹੈ। ਯੋਗ ਪਰਿਵਾਰਾਂ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਬਾਕੀ ਰਾਸ਼ੀ ਜਮ੍ਹਾਂ ਕਰਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀ ਰਸੋਈ ਦਾ ਬਜਟ ਪ੍ਰਭਾਵਿਤ ਨਾ ਹੋਵੇ।
👉ਹਰਿਆਣਾ ਵਿੱਚ ਬਿਨਾਂ ਖਰਚੀ-ਬਿਨਾਂ ਪਰਚੀ ਨੌਜਵਾਨਾਂ ਨੂੰ ਮਿਲ ਰਿਹਾ ਹੈ ਰੁਜ਼ਗਾਰ
ਮੁੱਖ ਮੰਤਰੀ ਨੇ ਪੰਜਾਬ ਵਿੱਚ ਭਰਤੀ ਪ੍ਰਕਿਰਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨ ਭਰਤੀ ਵਿੱਚ ਕਥਿਤ ਬੇਨਿਯਮੀਆਂ ਅਤੇ ਪੱਖਪਾਤ ਤੋਂ ਪਰੇਸ਼ਾਨ ਹਨ। ਉਨ੍ਹਾਂ ਨੇ ਐਕਸਾਈਜ਼ ਇੰਸਪੈਕਟਰ ਭਰਤੀ ਅਤੇ ਮੈਡੀਕਲ ਖੇਤਰ ਵਿੱਚ ਹੋਈਆਂ ਭਰਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਭਾਈ-ਭਤੀਜਾਵਾਦ ਦੇ ਦੋਸ਼ ਸਾਹਮਣੇ ਆਏ ਹਨ। ਮੈਡੀਕਲ ਭਰਤੀਆਂ ਨੂੰ ਲੈ ਕੇ ਹਾਈ ਕੋਰਟ ਨੇ ਵੀ ਨੋਟਿਸ ਲਿਆ ਅਤੇ ਸਰਕਾਰ ਨੂੰ ਭਰਤੀ ਪ੍ਰਕਿਰਿਆ ਵਿੱਚ ਨਿਯਮਾਂ ਦੀ ਪਾਲਣਾ ਨਾ ਕਰਨ ਸਬੰਧੀ ਜਵਾਬ ਦੇਣਾ ਪਿਆ।ਉਨ੍ਹਾਂ ਨੇ ਪੀਸੀਐਸ ਭਰਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨ ਉਨ੍ਹਾਂ ਨੂੰ ਮਿਲੇ ਹਨ ਅਤੇ ਉਨ੍ਹਾਂ ਨੇ ਭਰਤੀ ਪ੍ਰਕਿਰਿਆ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ। ਨੌਜਵਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਬੇਇਨਸਾਫ਼ੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਹੁਣ ਕਿੱਥੇ ਹਨ, ਉਹ ਸੀਜੇਪੀ ਵਾਲਿਆਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਹੋਏ ਹਾਲਾਤ ਨੂੰ ਦੇਖਣ। ਪੰਜਾਬ ਦੇ ਨੌਜਵਾਨਾਂ ਨਾਲ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਹੋ ਜਿਹਾ ਧੋਖਾ ਕੀਤਾ ਹੈ। ਦੋ ਮਹੀਨਿਆਂ ਬਾਅਦ ਪੰਜਾਬ ਦੇ ਨੌਜਵਾਨ ਤੁਹਾਨੂੰ ਜਵਾਬ ਦੇਣ ਦਾ ਕੰਮ ਕਰਨਗੇ। ਝੂਠ ਬੋਲ ਕੇ ਸੱਤਾ ਹਥਿਆਉਣ ਵਾਲਿਆਂ ਨੂੰ ਦੋ ਮਹੀਨਿਆਂ ਬਾਅਦ ਪੰਜਾਬ ਦੇ ਨੌਜਵਾਨ ਜਵਾਬ ਦੇਣਗੇ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਾਰਦਰਸ਼ੀ ਭਰਤੀ ਪ੍ਰਣਾਲੀ ਸਥਾਪਤ ਕੀਤੀ ਗਈ ਹੈ। ਪਿਛਲੇ 12 ਸਾਲਾਂ ਵਿੱਚ ਸੂਬੇ ਵਿੱਚ ਲਗਭਗ ਦੋ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੌਜੂਦਾ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਲਗਭਗ 46 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਹਜ਼ਾਰਾਂ ਅਸਾਮੀਆਂ ‘ਤੇ ਭਰਤੀ ਪ੍ਰਕਿਰਿਆ ਜਾਰੀ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਨੌਜਵਾਨਾਂ ਨੂੰ ਬਿਨਾਂ ਖਰਚੀ-ਬਿਨਾਂ ਪਰਚੀ ਯੋਗਤਾ ਦੇ ਆਧਾਰ ‘ਤੇ ਨੌਕਰੀ ਦਿੱਤੀ ਜਾ ਰਹੀ ਹੈ। ਸੂਬੇ ਵਿੱਚ 102 ਐੱਚਸੀਐੱਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਹੋਈਆਂ ਹਨ। ਗਰੀਬ ਪਰਿਵਾਰਾਂ ਦੇ ਬੱਚੇ ਵੀ ਆਪਣੀ ਮਿਹਨਤ ਅਤੇ ਯੋਗਤਾ ਦੇ ਦਮ ‘ਤੇ ਐੱਸਡੀਐੱਮ, ਡੀਐੱਸਪੀ, ਇੰਸਪੈਕਟਰ, ਤਹਿਸੀਲਦਾਰ ਅਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਨਿਯੁਕਤ ਹੋ ਰਹੇ ਹਨ। ਕੋਈ ਵੀ ਨੌਜਵਾਨ ਇਹ ਨਹੀਂ ਕਹਿ ਸਕਦਾ ਕਿ ਉਸ ਨੂੰ ਨੌਕਰੀ ਹਾਸਲ ਕਰਨ ਲਈ ਕਿਸੇ ਨੂੰ ਪੰਜ ਪੈਸੇ ਵੀ ਦੇਣੇ ਪਏ ਹੋਣ। ਉਨ੍ਹਾਂ ਨੇ ਇਸ ਦੌਰਾਨ ਪੰਜਾਬ ਦੀ ਇੱਕ ਧੀ ਦੀ ਵੀ ਉਦਾਹਰਨ ਦਿੱਤੀ, ਜਿਸ ਦੀ ਇਸ ਪਾਰਦਰਸ਼ੀ ਪ੍ਰਣਾਲੀ ਰਾਹੀਂ ਚੋਣ ਹੋਈ ਹੈ।
ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਵੱਲੋਂ 60 ਹਜ਼ਾਰ ਨੌਕਰੀਆਂ ਦੇਣ ਦੇ ਦਾਅਵੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਮੀਡੀਆ ਦੇ ਸਾਹਮਣੇ ਇਹ ਗੱਲ ਕਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਸਰਕਾਰ ਦੱਸੇ ਕਿ ਇਹ ਨੌਕਰੀਆਂ ਕਿਸ ਤਰ੍ਹਾਂ ਅਤੇ ਕਿਹੜੀਆਂ ਪ੍ਰਕਿਰਿਆਵਾਂ ਤਹਿਤ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਇਸ ਸਬੰਧੀ ਵ੍ਹਾਈਟ ਪੇਪਰ ਜਾਰੀ ਕਰਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਦੋ ਸਾਲਾਂ ਦੌਰਾਨ ਸਾਢੇ 46 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਾਢੇ 16 ਹਜ਼ਾਰ ਨੌਕਰੀਆਂ ਪਾਈਪਲਾਈਨ ਵਿੱਚ ਹਨ, ਜਿਨ੍ਹਾਂ ਦੀ ਪ੍ਰਕਿਰਿਆ ਜਾਰੀ ਹੈ। ਜਦਕਿ ਪੰਜਾਬ ਸਰਕਾਰ ਪੰਜ ਸਾਲਾਂ ਵਿੱਚ 60 ਹਜ਼ਾਰ ਨੌਕਰੀਆਂ ਦੇਣ ਦਾ ਦਾਅਵਾ ਕਰ ਰਹੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਮਾਨ ਸਾਹਿਬ ਜਵਾਬ ਦੇਣ।
ਇਹ ਵੀ ਪੜ੍ਹੋ 👉ਇਸ ਵਾਰ ਪੰਜਾਬ ਵਿੱਚ ਚੁਟਕਲਿਆਂ ਵਾਲੀ ਨਹੀਂ ਸਗੋਂ ਨਰਿੰਦਰ ਮੋਦੀ ਦੀ ਵਿਕਾਸ ਵਾਲੀ ਸਰਕਾਰ ਬਣਾਵਾਂਗੇ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
👉ਪੰਜਾਬ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਭਾਜਪਾ ਦੀ ਪਹਿਲ
ਮੁੱਖ ਮੰਤਰੀ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਤਿੰਨ ਤੋਂ ਛੇ ਮਹੀਨਿਆਂ ਵਿੱਚ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਲੋਕ ਉਨ੍ਹਾਂ ਨੂੰ ਮਿਲ ਕੇ ਦੱਸਦੇ ਹਨ ਕਿ ਨਸ਼ਿਆਂ ਵਿਰੁੱਧ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੁਝ ਲੋਕਾਂ ਦਾ ਦੋਸ਼ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਲੈ ਕੇ ਥਾਣੇ ਜਾਣ ’ਤੇ ਉਲਟਾ ਸ਼ਿਕਾਇਤਕਰਤਾਵਾਂ ’ਤੇ ਹੀ ਮਾਮਲੇ ਦਰਜ ਕਰ ਦਿੱਤੇ ਜਾਂਦੇ ਹਨ। ਇਹ ਸਥਿਤੀ ਬੇਹੱਦ ਚਿੰਤਾਜਨਕ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਹੇਠ ਸਾਲ 2029 ਤੱਕ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਭਾਜਪਾ ਦੀ ਗਾਰੰਟੀ ਹੈ। ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਜਾਂ ਤਾਂ ਆਪਣਾ ਇਹ ਗੈਰ-ਕਾਨੂੰਨੀ ਧੰਦਾ ਛੱਡਣਾ ਪਵੇਗਾ ਜਾਂ ਪੰਜਾਬ ਛੱਡ ਕੇ ਕਿਤੇ ਹੋਰ ਜਾਣਾ ਪਵੇਗਾ।
ਹਰਿਆਣਾ ਵਿੱਚ ਗਰੀਬ ਪਰਿਵਾਰਾਂ ਨੂੰ ਮਕਾਨ, ਆਯੁਸ਼ਮਾਨ ਅਤੇ ਚਿਰਾਯੂ ਰਾਹੀਂ ਲੱਖਾਂ ਲੋਕਾਂ ਨੇ ਕਰਵਾਇਆ ਇਲਾਜ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਗਰੀਬਾਂ, ਕਿਸਾਨਾਂ, ਮਹਿਲਾਵਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬੇ ਵਿੱਚ ਗਰੀਬ ਪਰਿਵਾਰਾਂ ਨੂੰ ਲਗਭਗ 1 ਲੱਖ 60 ਹਜ਼ਾਰ ਮਕਾਨ ਬਣਾ ਕੇ ਮੁਹੱਈਆ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਭਾਰਤ ਅਤੇ ਚਿਰਾਯੂ ਯੋਜਨਾ ਤਹਿਤ ਸੂਬੇ ਵਿੱਚ ਲਗਭਗ ਡੇਢ ਕਰੋੜ ਤੋਂ ਵੱਧ ਕਾਰਡ ਬਣਾਏ ਗਏ ਹਨ ਅਤੇ ਲਗਭਗ 40 ਲੱਖ ਲੋਕਾਂ ਨੇ ਇਨ੍ਹਾਂ ਯੋਜਨਾਵਾਂ ਰਾਹੀਂ ਆਪਣਾ ਇਲਾਜ ਕਰਵਾਇਆ ਹੈ। ਇਨ੍ਹਾਂ ਦੇ ਇਲਾਜ ’ਤੇ ਲਗਭਗ 6 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦਾ ਉਦੇਸ਼ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਗਰੀਬ ਵਿਅਕਤੀ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ’ਤੇ ਵੀ ਸਵਾਲ ਉਠਾਏ।ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵਾਂ ਨੇ ਪੰਜਾਬ ਨੂੰ ਵਿਕਾਸ ਦੀ ਦੌੜ ਵਿੱਚ ਪਿੱਛੇ ਧੱਕਣ ਦਾ ਕੰਮ ਕੀਤਾ ਹੈ। ਪੰਜਾਬ ਦੇ ਲੋਕ ਮਿਹਨਤੀ, ਬਹਾਦਰ ਅਤੇ ਸਵੈਮਾਣ ਵਾਲੇ ਹਨ। ਉਹ ਆਪਣੇ ਸੂਬੇ ਦੀ ਅਸਲ ਸਥਿਤੀ ਨੂੰ ਸਮਝਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਆਪਣੇ ਮਤਾਧਿਕਾਰ ਰਾਹੀਂ ਉਚਿਤ ਫੈਸਲਾ ਲੈਣਗੇ।ਇਸ ਮੌਕੇ ਸਰਦਾਰ ਹਰਿੰਦਰ ਸਿੰਘ ਸਬਰਵਾਲ, ਹਰਿਆਣਾ ਦੇ ਮਾਰਕੀਟ ਕਮੇਟੀ ਚੇਅਰਮੈਨ ਦੇਸ਼ਰਾਜ, ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜਯਨੇਂਦਰ ਕੌਰ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਸਮਾਣਾ ਤੋਂ ਵਿਧਾਇਕ ਸਰਦਾਰ ਚੇਤਨ ਸਿੰਘ ਜੋੜਾਮਾਜਰਾ, ਪਟਿਆਲਾ ਦਿਹਾਤੀ ਦੇ ਪ੍ਰਧਾਨ ਜਸਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ, ਹਰਦੀਪ ਚੌਧਰੀ, ਪੰਜਾਬੀ ਕਲਾਕਾਰ ਹੈਪੀ ਢਾਲੋਵਾਲ, ਸਤਬੀਰ ਸਿੰਘ, ਗੁਰਦੀਪ ਕੋਹਲੀ, ਹਰਦੀਪ ਕੰਬੋਜ, ਗੁਰਤੇਜ ਢਿੱਲੋਂ, ਮੁਕੇਸ਼ ਅਗਰਵਾਲ, ਮੰਜੂ ਸਮੇਤ ਕਈ ਸੀਨੀਅਰ ਆਗੂ ਅਤੇ ਅਹੁਦੇਦਾਰ ਹਾਜ਼ਰ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













