ਬਠਿੰਡਾ, 6 ਅਕਤੂਬਰ: ਪੰਚਾਇਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਜ਼ਿਲਾ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਤਾਲਮੇਲ ਕਮੇਟੀ ਸਰਪੰਚ ਅਤੇ ਪੰਚਾਂ ਦੀ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਹਨਾਂ ਦਾ ਹੱਲ ਕਰੇਗੀ ਉੱਥੇ ਹੀ ਕਮੇਟੀ ਵੱਲੋਂ ਪਿੰਡਾਂ ਅੰਦਰ ਸਰੱਬਸੰਮਤੀ ਨਾਲ ਸਰਪੰਚ ਚੁਣੇ ਜਾਣ ’ਤੇ ਜ਼ੋਰ ਦੇਵੇਗੀ। ਆਮ ਆਦਮੀ ਪਾਰਟੀ ਵੱਲੋਂ ਬਣਾਈ ਗਈ ਇਸ ਤਾਲਮੇਲ ਕਮੇਟੀ ਵਿੱਚ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਅਤੇ ਜੰਗਲਾਤ ਵਿਭਾਗ ਦੇ ਚੇਅਰਮੈਨ ਰਕੇਸ਼ ਪੁਰੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਭੱਲਾ, ਸ਼ੂਗਰ ਫੈਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਆਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਗੁਰਜੰਟ ਸਿੰਘ ਸਿਵੀਆਂ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਬਰਾੜ, ਪਾਰਟੀ ਦੇ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਬੱਲੋ, ਲਖਵੀਰ ਸਿੰਘ ਅਤੇ ਗੋਬਿੰਦਰ ਸਿੰਘ ਬਲਾਕ ਪ੍ਰਧਾਨ ਨੂੰ ਸ਼ਾਮਿਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Panchayat Elections: ਬਠਿੰਡਾ ’ਚ ਸਰਪੰਚੀ ਲਈ 1559 ਅਤੇ ਪੰਚੀ ਲਈ 5186 ਉਮੀਦਵਾਰ ਮੈਦਾਨ ’ਚ ਨਿੱਤਰੇ
ਨਗਰ ਸੁਧਾਰ ਟਰਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਤਿੰਦਰ ਭੱਲਾ ਨੇ ਦੱਸਿਆ ਕਿ ਕਈ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੇ ਕਈ ਕਈ ਆਗੂ ਉਮੀਦਵਾਰਾਂ ਵਜੋਂ ਚੋਣ ਲੜ ਰਹੇ ਹਨ। ਤਾਲਮੇਲ ਕਮੇਟੀ ਉਹਨਾਂ ਨਾਲ ਸੰਪਰਕ ਸਾਧ ਕੇ ਜਿੱਥੇ ਇੱਕ ਇੱਕ ਉਮੀਦਵਾਰ ਨੂੰ ਚੋਣ ਲੜਨ ਲਈ ਕਹੇਗੀ, ਉੱਥੇ ਹੀ ਪਿੰਡਾਂ ਅੰਦਰ ਸਰਬ ਸੰਮਤੀ ਨਾਲ ਆਮ ਆਦਮੀ ਪਾਰਟੀ ਦੀਆਂ ਪੰਚਾਇਤਾਂ ਚੁਣਨ ਲਈ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਭੱਲਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੀਆਂ ਪੰਚਾਇਤਾਂ ਬਣਨੀਆਂ ਬਹੁਤ ਜਰੂਰੀ ਹਨ।