ਚੰਡੀਗੜ੍ਹ, 15 ਅਪ੍ਰੈਲ : ਦੋ ਦਿਨ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਿੰਟਿਗ ਐਮ.ਪੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਟਿਕਟ ਦੇਣ ਤੋਂ ਬਾਅਦ ਪਾਰਟੀ ਅੰਦਰ ਨਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਇਸ ਹਲਕੇ ਤੋਂ ਸਾਬਕਾ ਮੰਤਰੀ ਪਵਨ ਬਾਂਸਲ ਵੱਲੋਂ ਟਿਕਟ ਦੀ ਮੰਗ ਕੀਤੀ ਜਾ ਰਹੀ ਸੀ, ਜੋਕਿ ਇਸ ਹਲਕੇ ਤੋਂ ਪਹਿਲਾਂ ਵੀ ਨੁਮਾਇੰਦਗੀ ਕਰ ਚੁੱਕੇ ਹਨ। ਪਤਾ ਲੱਗਿਆ ਹੈ ਕਿ ਚੰਡੀਗੜ੍ਹ ਕਾਂਗਰਸ ਨਾਲ ਸਬੰਧਤ ਤਿੰਨ ਦਰਜ਼ਨ ਤੋਂ ਵੱਧ ਅਹੁੱਦੇਦਾਰਾਂ ਵੱਲੋਂ ਅਸਤੀਫ਼ਾ ਦਿੱਤੇ ਗਏ ਹਨ। ਇੰਨ੍ਹਾਂ ਵਿਚ ਜਨਰਲ ਸਕੱਤਰ, ਸਕੱਤਰ, ਮੀਤ ਪ੍ਰਧਾਨ ਅਤੇ ਇੱਥੋਂ ਤੱਕ ਕੁੱਝ ਕੌਸਲਰ ਵੀ ਸ਼ਾਮਲ ਹਨ। ਕਿਹਾ ਜਾ ਰਿਹਾ ਹੈ ਕਿ ਅਸਤੀਫ਼ਾ ਦੇਣ ਵਾਲੇ ਸਾਰੇ ਆਗੂ ਪਵਨ ਬਾਂਸਲ ਦੇ ਕਰੀਬੀ ਹਨ।
ਹਰਸਿਮਰਤ ਦਾ ਵੱਡਾ ਬਿਆਨ: ‘ਜੇ ਚੋਣ ਲੜਾਂਗੀ ਤਾਂ ਬਠਿੰਡਾ ਤੋਂ, ਨਹੀਂ ਤਾਂ ਕਿਤੋਂ ਵੀ ਨਹੀਂ’
ਹਾਲਾਂਕਿ ਇੰਨ੍ਹਾਂ ਆਗੂਆਂ ਵੱਲੋਂ ਪਾਰਟੀ ਹਾਈਕਮਾਂਡ ਕੋਲੋਂ ਕਾਂਗਰਸ ਪ੍ਰਧਾਨ ਲੱਕੀ ਨਾਲ ਨਰਾਜ਼ਗੀ ਜ਼ਾਹਰ ਕਰਦਿਆਂ ਊਨ੍ਹਾਂ ਨੂੰ ਬਦਲਣ ਦੀ ਮੰਗ ਕੀਤੀ ਹੈ। ਇੰਨ੍ਹਾਂ ਆਗੂਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਜੇਕਰ ਲੱਕੀ ਕਾਂਗਰਸ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਮਨੀਸ਼ ਤਿਵਾੜੀ ਲਈ ਕੰਮ ਨਹੀਂ ਕਰਨਗੇ। ਦੂਜੇ ਪਾਸੇ ਪਾਰਟੀ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਕੁੱਝ ਆਗੂਆਂ ਨੇ ਅਪਣੇ ਅਹੁੱਦਿਆਂ ਤੋਂ ਅਸਤੀਫ਼ਾ ਜਰੂਰ ਦਿੱਤਾ ਹੈ ਪ੍ਰੰਤੂ ਉਹ ਪਾਰਟੀ ਨਾਲ ਡਟ ਕੇ ਖੜ੍ਹੇ ਹਨ। ਉਧਰ ਪਾਰਟੀ ਉਮੀਦਵਾਰ ਮਨੀਸ਼ ਤਿਵਾੜੀ ਨੇ ਸਮੂਹ ਕਾਂਗਰਸ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਤੰਤਰ ਨੂੰ ਬਚਾਉਣ ਲਈ ਇਕਜੁੱਟ ਹੋਣ।