
ਬੀਬੀ ਸਤਵੰਤ ਕੌਰ ਨੂੰ ਵੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
ਚੰਡੀਗੜ੍ਹ, 23 ਜਨਵਰੀ: ਪਿਛਲੇ ਲੰਬੇ ਸਮੇਂ ਤੋਂ ਸਿਆਸੀ ਅਤੇ ਧਾਰਮਿਕ ਖੇਤਰ ਵਿੱਚ ਲਗਾਤਾਰ ਵਿਰੋਧਤਾ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਵਿਰੋਧੀਆਂ ਨੂੰ ਪਲੋਸਣ ਦੇ ਯਤਨ ਵਿੱਢ ਦਿੱਤੇ ਹਨ। ਇਸੇ ਕੜੀ ਤਹਿਤ ਸੁਧਾਰ ਲਹਿਰ ਦੇ ਸਾਬਕਾ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਅਕਾਲੀ ਦਲ ਵੱਲੋਂ 20 ਜਨਵਰੀ ਤੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਤਹਿਤ ਫਰੀਦਕੋਟ ਦਾ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਿਸੰਬਰ ਨੂੰ ਅਕਾਲੀ ਦਲ ਦੀ ਭਰਤੀ ਲਈ ਬਣਾਈ ਸੱਤ ਮੈਂਬਰੀ ਕਮੇਟੀ ਦੇ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ। ਪ੍ਰੰਤੂ ਅਕਾਲੀ ਦਲ ਦੇ 20 ਜਨਵਰੀ ਨੂੰ ਹੋਈ ਪਾਰਲੀਮਾਨੀ ਬੋਰਡ ਦੀ ਮੀਟਿੰਗ ਵਿੱਚ ਸ: ਵਡਾਲਾ ਨੂੰ ਅਣਗੌਲਿਆ ਕਰ ਦਿੱਤਾ ਸੀ। ਵਿਰੋਧੀਆਂ ਵੱਲੋਂ ਲਗਾਤਾਰ ਅਕਾਲੀ ਲੀਡਰਸ਼ਿਪ ਉੱਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਤੋਂ ਭਗੋੜੇ ਹੋਣ ਦੇ ਦੋਸ਼ ਲਗਾਏ ਜਾ ਰਹੇ ਹਨ ਅਤੇ ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ 28 ਜਨਵਰੀ ਨੂੰ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਮੀਟਿੰਗ ਸੱਦਣ ਦੇ ਐਲਾਨ ਤੋਂ ਬਾਅਦ ਸ਼ਾਇਦ ਅਕਾਲੀ ਦਲ ਵਲੋਂ ਮੁੜ ਅੱਜ ਇਹ ਫੈਸਲਾ ਲਿਆ ਗਿਆ ਹੈ।
ਇਸ ਦੇ ਇਲਾਵਾ ਅਕਾਲੀ ਦਲ ਬਲੋ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੇ ਵਿੱਚ ਸ਼ਾਮਿਲ ਕੀਤੀ ਗਈ ਪੰਥਕ ਪਰਿਵਾਰ ਨਾਲ ਸੰਬੰਧਿਤ ਬੀਬੀ ਸਤਵੰਤ ਕੌਰ ਨੂੰ ਵੀ ਖੁੱਲੇ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਅਕਾਲੀ ਦਲ ਦੇ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਇਸ ਸਬੰਧ ਵਿੱਚ ਸੋਸ਼ਲ ਮੀਡੀਆ ਉੱਪਰ ਪਾਈ ਇੱਕ ਪੋਸਟ ਦੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੀਬੀ ਸਤਵੰਤ ਕੌਰ ਸ਼੍ਰੋਮਣੀ ਕਮੇਟੀ ਦੀ ਮੁਲਾਜ਼ਮ ਹੈ ਅਤੇ ਪਾਰਟੀ ਦੇ ਸੰਵਿਧਾਨ ਅਤੇ ਚੋਣ ਕਮਿਸ਼ਨ ਦੇ ਨਿਯਮਾਂ ਤਹਿਤ ਕੋਈ ਮੁਲਾਜ਼ਮ ਅਕਾਲੀ ਦਲ ਦਾ ਮੈਂਬਰ ਨਹੀਂ ਹੋ ਸਕਦਾ ਹੈ। ਇਸ ਦੇ ਚੱਲਦੇ ਉਹਨਾਂ ਬੀਬੀ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਉਧਰ ਚੀਮਾ ਦੇ ਇਸ ਦਾਅਵੇ ਉੱਪਰ ਸਾਬਕਾ ਬਾਗੀ ਧੜੇ ਵੱਲੋਂ ਸਵਾਲ ਉਠਾਏ ਗਏ ਹਨ। ਚਰਨਜੀਤ ਸਿੰਘ ਬਰਾੜ ਨੇ ਪੰਥਕ ਪਰਿਵਾਰ ਦੀ ਬੀਬੀ ਸਤਵੰਤ ਕੌਰ ‘ਤੇ ਸ਼੍ਰੋਮਣੀ ਕਮੇਟੀ ਦੀ ਮੁਲਾਜ਼ਿਮ ਹੋਣ ਦਾ ਸਵਾਲ ਚੁੱਕਣ ਵਾਲੇ ਡਾਕਟਰ ਚੀਮਾ ਨੂੰ ਪੁੱਛਿਆ ਹੈ ਕਿ ਉਨ੍ਹਾਂ ਵੱਲੋਂ ਕੁਝ ਸਮਾਂ ਪਹਿਲਾਂ ਆਪਣੇ ਜਿਲੇ ਰੋਪੜ ਵਿੱਚ ਸੰਦੀਪ ਸਿੰਘ ਕਲੋਤਾ ਨੂੰ ਯੂਥ ਵਿੰਗ ਦਾ ਪ੍ਰਧਾਨ ਬਣਾਇਆ ਸੀ ਜਦੋਂ ਕਿ ਉਹ ਸ਼੍ਰੋਮਣੀ ਕਮੇਟੀ ਦੇ ਵਿੱਚ ਮੀਤ ਮੈਨੇਜਰ ਦੇ ਅਹੁੱਦੇ ਉੱਪਰ ਕੰਮ ਕਰ ਰਹੇ ਸਨ। ਉਹਨਾਂ ਕਿਹਾ ਕਿ ਹੋਰ ਵੀ ਕਈ ਸਾਰੇ ਅਕਾਲੀ ਦਲ ਵਿੱਚ ਅਹੁਦੇਦਾਰ ਰਹੇ ਹਨ ਜਿਹੜੇ ਸ਼੍ਰੋਮਣੀ ਕਮੇਟੀ ਦੀ ਮੁਲਾਜ਼ਮਤ ਵੀ ਕਰਦੇ ਸਨ।
ਇਹ ਵੀ ਪੜ੍ਹੋ MP ਅੰਮ੍ਰਿਤਪਾਲ ਸਿੰਘ ਨੇ ਮੁੜ ਕੀਤਾ High Court ਦਾ ਰੁੱਖ
ਗੌਰਤਲਬ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਵੀ ਦੋ ਵਾਰ ਜਨਤਕ ਤੌਰ ‘ਤੇ ਅਕਾਲੀ ਲੀਡਰਸ਼ਿਪ ਨੂੰ 2 ਦਿਸੰਬਰ ਦੇ ਫੈਸਲੇ ਨੂੰ ਇੰਨ ਬਿੰਨ ਲਾਗੂ ਕਰਨ ਲਈ ਕਿਹਾ ਹੈ। ਅਜਿਹੀ ਹਾਲਤ ਵਿੱਚ ਹੁਕਮਨਾਮੇ ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਕੇ ਅਕਾਲੀ ਦਲ ਨੂੰ ਆਉਣ ਵਾਲੇ ਸਮੇਂ ਵਿੱਚ ਧਾਰਮਿਕ ਤੌਰ ‘ਤੇ ਹੋਰ ਵੱਡੀ ਢਾਹ ਲੱਗ ਸਕਦੀ ਹੈ। ਜਿਸ ਦੇ ਚੱਲਦੇ ਹੁਣ ਲੀਡਰਸ਼ਿਪ ਵੱਲੋਂ ਨੁਕਸਾਨ ਭਰਪਾਈ ਲਈ ਕੋਸ਼ਿਸ਼ਾਂ ਵਿੱਢ ਦਿੱਤੀਆਂ ਹਨ। ਉਧਰ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਮੈਬਰਸ਼ਿਪ ਮੁਹਿੰਮ ਵਿੱਚ ਤਬਦੀਲੀਆਂ ਵੀ ਕੀਤੀਆਂ ਗਈਆਂ ਹਨ। ਜਿਸ ਦੇ ਤਹਿਤ ਫਰੀਦਕੋਟ ਲਈ. ਗੁਰਪ੍ਰਤਾਪ ਸਿੰਘ ਵਡਾਲਾ ਤੋਂ ਇਲਾਵਾ ਵਰਿੰਦਰ ਸਿੰਘ ਬਾਜਵਾ, ਜਿਨ੍ਹਾਂ ਨੂੰ ਪਹਿਲਾਂ ਨਵਾਂ ਸ਼ਹਿਰ ਜ਼ਿਲ੍ਹਾ ਨਿਯੁਕਤ ਕੀਤਾ ਗਿਆ ਸੀ, ਹੁਣ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਰਜਿੰਦਰ ਸਿੰਘ ਧਾਮੀ ਨਾਲ ਜੁੜਨਗੇ। ਇਸੇ ਤਰ੍ਹਾਂ ਜਰਨੈਲ ਸਿੰਘ ਵਾਹਦ ਨਵਾਂ ਸ਼ਹਿਰ ਜ਼ਿਲ੍ਹੇ ਦੀ ਦੇਖਭਾਲ ਕਰਨਗੇ।ਰਾਜ ਸਿੰਘ ਡਿੱਬੀਪੁਰਾ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਜੋਗਿੰਦਰ ਸਿੰਘ ਜਿੰਦੂ ਨਾਲ ਜੁੜਨਗੇ।ਪ੍ਰੀਤ ਇੰਦਰ ਸਿੰਘ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਫਾਜ਼ਿਲਕਾ ਜ਼ਿਲ੍ਹੇ ਵਿੱਚ. ਵਰਦੇਵ ਸਿੰਘ ਮਾਨ ਨਾਲ ਜੁੜਨਗੇ।ਇਹ ਫੈਸਲੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਲਏ ਗਏ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਅਕਾਲੀ ਦਲ ਬਾਗੀਆਂ ਨੂੰ ‘ਪਲੋਸਣ’ ਲੱਗਿਆ; ਵਡਾਲਾ ਨੂੰ ਲਗਾਇਆ ਫਰੀਦਕੋਟ ਦਾ ਨਿਗਰਾਨ"




