22 Views
ਚੰਡੀਗੜ੍ਹ, 22 ਫ਼ਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਸਾਲ 2019 ਦੀ ਅਧਿਆਪਕ ਤਬਾਦਲਾ ਨੀਤੀ ਦੇ ਪੈਰਾ-9 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਅਧਿਆਪਕ ਕਾਡਰ ਦੇ ਉਨ੍ਹਾਂ ਕਰਮਚਾਰੀਆਂ ਦੇ ਵਡੇਰੇ ਹਿੱਤ ਵਿੱਚ ਕੀਤੀ ਗਈ ਹੈ, ਜੋ ਕਿ ਛੋਟ ਮੁਕਤ ਸ਼੍ਰੇਣੀ ਵਿੱਚ ਆਉਂਦੇ ਹਨ। ਇਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜਿਹੜੇ ਮੁਲਾਜ਼ਮ ਕੈਂਸਰ ਮਰੀਜ਼ (ਖੁਦ, ਜੀਵਨ ਸਾਥੀ ਜਾਂ ਬੱਚੇ)/ ਡਾਇਲਸਿਸ (ਖੁਦ, ਜੀਵਨ ਸਾਥੀ ਜਾਂ ਬੱਚੇ)/ਲਿਵਰ ਜਾਂ ਗੁਰਦਾ ਟਰਾਂਸਪਲਾਂਟ/40 ਫੀਸਦੀ ਤੋਂ ਵੱਧ ਦਿਵਿਆਂਗ/ਹੈਪੇਟਾਈਟਸ-ਬੀ/ਹੈਪੇਟਾਈਟਸ-ਸੀ/ਸਿੱਕਲ ਸੈੱਲ ਅਨੀਮੀਆ/ਥੈਲੇਸੀਮੀਆ (ਖੁਦ ਜਾਂ ਬੱਚੇ)/ਤਲਾਕਸ਼ੁਦਾ/ਜਿਨ੍ਹਾਂ ਮੁਲਾਜ਼ਮਾਂ ਦੇ ਵਿਸ਼ੇਸ਼ ਬੱਚੇ ਜਾਂ ਬੌਧਿਕ ਤੌਰ ਉਤੇ ਵਿਸ਼ੇਸ਼ ਬੱਚੇ ਹਨ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜੀਵਨ ਸਾਥੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸੇਵਾ ਨਿਭਾਅ ਰਹੇ ਮੁਲਾਜ਼ਮ ਦਾ ਕਿਸੇ ਹੋਰ ਸਟੇਸ਼ਨ ਉਤੇ ਤੁਰੰਤ ਜਾਣਾ ਲੋੜੀਂਦਾ ਹੋਵੇ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਵੇ ਜਾਂ ਉਹ ਅਧਿਆਪਕ ਜਿਸ ਦਾ ਜੀਵਨ ਸਾਥੀ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੀ ਤੈਨਾਤੀ ਔਖੀਆਂ ਹਾਲਤਾਂ ਵਾਲੀ ਥਾਂ ਤੇ ਹੋਵੇ,
ਇਨ੍ਹਾਂ ਸਾਰਿਆਂ ਕੇਸਾਂ ਵਿੱਚ ਬਦਲੀਆਂ ਲਈ ਬੇਨਤੀਆਂ ਮਹੀਨੇ ਦੇ ਆਧਾਰ ਉਤੇ ਪੋਰਟਲ ਉਤੇ ਜਮ੍ਹਾਂ ਹੋਣਗੀਆਂ ਅਤੇ ਕੋਈ ਵੀ ਆਫਲਾਈਨ ਬੇਨਤੀ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਜਿਹੇ ਮਾਮਲਿਆਂ ਵਿੱਚ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਜਾਣਗੇ।ਇਸਤੋਂ ਇਲਾਵਾ ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਲਈ ਬਿੱਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੋਧ ਨਾਲ ਜੰਗੀ ਜਗੀਰ ਦੀ ਰਾਸ਼ੀ (ਵਿੱਤੀ ਸਹਾਇਤਾ) ਮੌਜੂਦਾ 10,000 ਰੁਪਏ ਸਾਲਾਨਾ ਤੋਂ ਵਧ ਕੇ 20,000 ਰੁਪਏ ਸਾਲਾਨਾ ਹੋ ਜਾਵੇਗੀ। ਦੱਸਣਯੋਗ ਹੈ ਕਿ ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948 ਦੇ ਤਹਿਤ ਉਨ੍ਹਾਂ ਮਾਪਿਆਂ ਨੂੰ ਜੰਗੀ ਜਗੀਰ ਦਿੱਤੀ ਜਾਂਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ ਸਾਲ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਵੇਲੇ ਇਸ ਸਕੀਮ ਤਹਿਤ 83 ਲਾਭਪਾਤਰੀ ਲਾਭ ਲੈ ਰਹੇ ਹਨ।