👉ਗਰਾਮ ਨਿਆਲਿਆ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਵਾਂਗੇ, ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਈ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News: ਕੇਂਦਰ ਵੱਲੋਂ ਖੋਲੇ ਜਾ ਰਹੇ ਗ੍ਰਾਮ ਨਿਆਲਿਆ ਵਿਰੁਧ ਵਕੀਲਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਹੱਕ ‘ਚ ਡਟਦਿਆਂ ਪੰਜਾਬ ਸਰਕਾਰ ਨੇ ਸਪੱਸ਼ਟ ਲਕੀਰ ਖਿੱਚਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਰਕਾਰ ਸੂਬੇ ਵਿੱਚ ਇਸ ਮੁੱਦੇ ‘ਤੇ ਫੈਸਲਾਕੁੰਨ ਕਦਮ ਚੁੱਕਣ ਲਈ ਤਿਆਰ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੂੰ ਕੇਂਦਰ ਸਰਕਾਰ ਕੋਲ ਢੁਕਵੇਂ ਪੱਧਰ ‘ਤੇ ਉਠਾਉਣਗੇ। ਮਿਉਂਸਿਪਲ ਭਵਨ ਵਿਖੇ ਪੰਜਾਬ ਦੀਆਂ 65 ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੇ ਸੂਬੇ ਦੇ ਲੋਕਾਂ ਦੀ 20 ਕਿਲੋਮੀਟਰ ਦੇ ਦਾਇਰੇ ਵਿੱਚ ਅਦਾਲਤਾਂ ਤੱਕ ਪਹੁੰਚ ਹੈ, ਜਿਸ ਕਾਰਨ ਇਹ ਸੰਕਲਪ ਪੰਜਾਬ ਵਿੱਚ ਅਮਲੀ ਰੂਪ ਵਿੱਚ ਲਾਗੂ ਨਹੀਂ ਹੈ। ਵਕੀਲ ਪਹਿਲਾਂ ਹੀ ਕੇਂਦਰ ਦੇ ਇਸ ਕਦਮ ਖਿਲਾਫ਼ ਡਟੇ ਹੋਏ ਹਨ ਕਿਉਂਕਿ ਇਸ ਨਾਲ ਸੂਬਾ ਸਰਕਾਰਾਂ ਨੂੰ ਕਾਨੂੰਨੀ ਤੌਰ ‘ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਇਸ ਸੰਕਲਪ ਨੂੰ ਬੰਦ ਕਰਨ ਦੇ ਸਾਰੇ ਤਰੀਕੇ ਲੱਭੇ ਜਾਣਗੇ।”ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਕੀਲ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਬਾਰ ਐਸੋਸੀਏਸ਼ਨਾਂ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਬਾਰ ਐਸੋਸੀਏਸ਼ਨਾਂ ਨੇ ਦੇਸ਼ ਵਿੱਚ ਕਾਨੂੰਨੀ ਪ੍ਰਣਾਲੀ ਦੇ ਵਿਕਾਸ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਲਈ ਹਮੇਸ਼ਾ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਸਮਾਜ ਦੀ ਬਿਹਤਰੀ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਹੈ। ਭਾਰਤ ਇੱਕ ਪ੍ਰਭੂਸੱਤਾ ਸੰਪੰਨ ਸਮਾਜਵਾਦੀ ਗਣਰਾਜ ਹੈ, ਜਿਸ ਵਿੱਚ ਸੰਸਦੀ ਪ੍ਰਣਾਲੀ ਹੈ ਅਤੇ ਇਸ ਨੂੰ ਇਹ ਮਾਣ ਪ੍ਰਾਪਤ ਹੈ ਕਿ ਉਹ ਵਿਸ਼ਵ ਵਿੱਚ ਸਭ ਤੋਂ ਵੱਡੀ ਲੋਕਤੰਤਰੀ ਪ੍ਰਣਾਲੀ ਹੈ। ਨਿਆਂ, ਆਜ਼ਾਦੀ, ਬਰਾਬਰੀ ਅਤੇ ਭਾਈਚਾਰਾ ਚਾਰ ਵਿਸ਼ੇਸ਼ਤਾਵਾਂ ਸਾਡੇ ਸੰਵਿਧਾਨ ਦੁਆਰਾ ਹਰ ਨਾਗਰਿਕ ਲਈ ਸੁਰੱਖਿਅਤ ਹਨ।ਜਨਤਕ ਜੀਵਨ ਅਤੇ ਕਾਨੂੰਨੀ ਪੇਸ਼ੇ ਦੀ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਰਾਜਨੀਤਕ ਨੇਤਾਵਾਂ ਅਤੇ ਵਕੀਲਾਂ ਨੂੰ ਇਕੋ ਤਰ੍ਹਾਂ ਦਾ ਜਨਤਕ ਭਰੋਸਾ ਹਾਸਲ ਹੁੰਦਾ ਹੈ ਅਤੇ ਦੋਵਾਂ ਨੂੰ ਇਸ ਭਰੋਸੇ ਨੂੰ ਹਰ ਤਰੀਕੇ ਨਾਲ ਬਰਕਰਾਰ ਰੱਖਣ ਲਈ ਕੰਮ ਕਰਨਾ ਚਾਹੀਦਾ ਹੈ।
ਨੈਤਿਕਤਾ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਸ ਹਾਰੇ ਜਾਂ ਜਿੱਤੇ ਜਾ ਸਕਦੇ ਹਨ ਪਰ ਕਾਨੂੰਨ ਦਾ ਰਾਜ ਹਮੇਸ਼ਾ ਕਾਇਮ ਰਹਿਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ, “ਵਕੀਲ ਸੁਰੱਖਿਆ ਐਕਟ ਅਤੇ ਚੈਂਬਰਾਂ ਦੇ ਕਮਰਸ਼ੀਅਲ ਬਿਜਲੀ ਕੁਨੈਕਸ਼ਨਾਂ ਨੂੰ ਘਰੇਲੂ ਕੁਨੈਕਸ਼ਨਾਂ ਵਿੱਚ ਤਬਦੀਲ ਕਰਨ ਸਮੇਤ ਵਕੀਲਾਂ ਦੀ ਹਰ ਮੰਗ ਜਾਇਜ਼ ਹੈ ਅਤੇ ਇਸ ਦੀ ਸਮੀਖਿਆ ਕੀਤੀ ਜਾਵੇਗੀ। ਮੈਂ ਖੁਦ ਲੋਕਾਂ ਦਾ ਵਕੀਲ ਹਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”ਮੀਟਿੰਗ ਦੇ ਸਥਾਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਸ ਮਿਉਂਸਿਪਲ ਭਵਨ ਨੂੰ ‘ਨਿਯੁਕਤੀ ਭਵਨ’ ਵਜੋਂ ਜਾਣਿਆ ਜਾਂਦਾ ਹੈ, ਕਿਉਂਕਿ ਇੱਥੇ ਕੁੱਲ 63,000 ਨੌਕਰੀਆਂ ਵਿੱਚੋਂ ਲਗਪਗ 50,000 ਨਿਯੁਕਤੀ ਪੱਤਰ ਸੌਂਪੇ ਗਏ ਹਨ।”ਇਸ ਤੋਂ ਪਹਿਲਾਂ ਐਡਵੋਕੇਟ ਜਨਰਲ ਪੰਜਾਬ ਮਨਿੰਦਰਜੀਤ ਸਿੰਘ ਬੇਦੀ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਸਮਾਗਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





