ਬਠਿੰਡਾ,15 ਮਈ: ਪਿਛਲੇ ਸਮਿਆਂ ਦੌਰਾਨ ਪੰਜਾਬ ਅਤੇ ਖਾਸ ਕਰ ਬਠਿੰਡਾ ਪੱਟੀ ਦੇ ਵਿੱਚ ਗੜਿਆਂ ਅਤੇ ਹੋਰ ਕੁਦਰਤੀ ਆਫਤਾਂ ਦੇ ਕਾਰਨ ਤਬਾਹ ਹੋਈਆਂ ਫਸਲਾਂ ਦੇ ਮੁਆਵਜੇ ਨੂੰ ਵੰਡਣ ਦੀ ਚੋਣ ਕਮਿਸ਼ਨ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਖਾਸ ਕਰ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਲਈ ਵੱਡੀ ਰਾਹਤ ਲੈ ਕੇ ਆਈ ਹੈ।ਇਹ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਵੱਲੋਂ ਲਗਾਤਾਰ ਆਪ ਉਮੀਦਵਾਰ ਨੂੰ ਘੇਰਿਆ ਜਾ ਰਿਹਾ ਸੀ। ਹਾਲਾਂਕਿ ਖੇਤੀਬਾੜੀ ਮੰਤਰੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦਾ ਪਾਈ-ਪਾਈ ਮੁਆਵਜਾ ਦੇਣ ਲਈ ਵਚਨਬੱਧ ਹੈ ਪ੍ਰੰਤੂ ਚੋਣ ਜਾਬਤਾ ਲੱਗਣ ਕਾਰਨ ਇਹ ਕੇਸ ਫਸਿਆ ਹੋਇਆ ਹੈ। ਖੇਤੀਬਾੜੀ ਮੰਤਰੀ ਸ: ਖੁੱਡੀਆਂ ਨੇ ਦੱਸਿਆ ਕਿ ਕੁਦਰਤੀ ਆਫਤਾਂ ਨਾਲ ਖਰਾਬ ਹੋਈ ਕਣਕ ਦੀ ਫਸਲ ਦਾ ਮੁਆਵਜਾ ਦੇਣ ਦੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਸਨ ਜਿਸ ਦੇ ਚਲਦੇ ਇਹਨਾਂ ਯਤਨਾਂ ਨੂੰ ਹੁਣ ਬੂਰ ਪਿਆ ਹੈ। ਉਹਨਾਂ ਚੋਣ ਕਮਿਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫੈਸਲੇ ਦੇ ਨਾਲ ਇਕੱਲੇ ਬਠਿੰਡਾ ਜ਼ਿਲ੍ਹੇ ਵਿਚ ਹੀ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫਸਲ ਦੇ 15 ਕਰੋੜ ਮੁਆਵਜ਼ਾ ਵੰਡਣ ਦਾ ਰਾਹ ਪੱਧਰਾ ਹੋ ਗਿਆ ਹੈ।
Ex CM ਦਾ ਭਰਾ ਕਾਂਗਰਸ ਵਿਚ ਹੋਇਆ ਸ਼ਾਮਲ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸਾ ਹਿੱਕ ਡਾਹ ਕੇ ਪੰਜਾਬ ਦੇ ਕਿਸਾਨਾਂ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਮੁਆਵਜ਼ੇ ਦੇ ਮਾਮਲੇ ਵਿਚ ਜਾਣ ਬੁੱਝ ਕੇ ਗੁੰਮਰਾਹ ਕੀਤਾ ਜਾ ਰਿਹਾ ਸੀ। ਰਵਾਇਤੀ ਪਾਰਟੀਆਂ ਵੱਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਵੀ ਨਹੀਂ ਹੋਈ ਜਦੋਂ ਕਿ ਹੁਣ ਸੱਚਾਈ ਕਿਸਾਨਾਂ ਦੇ ਸਾਹਮਣੇ ਆ ਚੁੱਕੀ ਹੈ ਕਿਉਂਕਿ ਸਾਰੀ ਕਾਗਜ ਕਾਰਵਾਈ ਪਹਿਲਾਂ ਹੀ ਪੂਰੀ ਹੋ ਚੁੱਕੀ ਸੀ, ਪਰ ਚੋਣ ਜਾਬਤਾ ਲੱਗਣ ਕਾਰਨ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਵੰਡ ਸਕੀ ਸੀ। ਉਨ੍ਹਾਂ ਕਿਹਾ ਕਿ ਇਹ ਮਸਲਾ ਉਨ੍ਹਾਂ ਵੱਲੋਂ ਨਿੱਜੀ ਦਿਲਚਸਪੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਠਾਇਆ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਮਾਮਲੇ ਨੂੰ ਗੰਭੀਰਤਾ ਨਾਂ ਲੈਂਦਿਆਂ ਇਸ ਸਬੰਧ ਵਿੱਚ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਵੰਡਣ ਦੀ ਮੰਨਜੂਰੀ ਦੇਣ ਦੀ ਬੇਨਤੀ ਕੀਤੀ ਸੀ। ਜਿਸਤੋਂ ਬਾਅਦ ਹੁਣ ਚੋਣ ਕਮਿਸ਼ਨ ਨੇ 15 ਕਰੋੜ ਰੁਪਏ ਦਾ ਮੁਆਵਜ਼ਾ ਕਿਸਾਨਾਂ ਨੂੰ ਵੰਡਣ ਦੀ ਮੰਨਜ਼ੂਰੀ ਦੇ ਦਿੱਤੀ ਹੈ ਅਤੇ ਜਲਦੀ ਹੀ ਇਹ ਮੁਆਵਜ਼ਾ ਕਿਸਾਨਾਂ ਤਕ ਪਹੁੰਚ ਜਾਵੇਗਾ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਹਿੱਤ ਵਿਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ਾ ਵੰਡਣ ਦੀ ਮੰਨਜ਼ਰੀ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲੀਆਂ ਰਿਵਾਇਤੀ ਪਾਰਟੀਆਂ ਦੇ ਮੂੰਹ ’ਤੇ ਚਪੇੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਤੇ ਮਸਲਿਆਂ ਦਾ ਹੱਲ੍ਹ ਕਰਨ ਲਈ ਵੀ ਪੰਜਾਬੁ ਸਰਕਾਰ ਵਚਨਬੱਧ ਹੈ।
Share the post "ਵੱਡੀ ਖ਼ਬਰ: ਚੋਣ ਕਮਿਸ਼ਨ ਨੇ ਖਰਾਬ ਫ਼ਸਲਾਂ ਦਾ 15 ਕਰੋੜ ਦਾ ਮੁਆਵਜ਼ਾ ਵੰਡਣ ਦੀ ਦਿੱਤੀ ਮੰਨਜ਼ੂਰੀ"