ਚੰਡੀਗੜ੍ਹ, 26 ਮਈ: ਆਗਾਮੀ 1 ਜੂਨ ਨੂੰ ਪੰਜਾਬ ਦੇ ਵਿੱਚ ਆਖਰੀ ਗੇੜ ਤਹਿਤ ਹੋਣ ਜਾ ਰਹੀਆਂ ਚੋਣਾਂ ਦੇ ਲਈ ਆਪੋ ਆਪਣੇ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਦੇ ਲਈ ਅੱਜ ਕੌਮੀ ਆਗੂਆਂ ਵੱਲੋਂ ਪੰਜਾਬ ਦੇ ਵਿੱਚ ਚੋਣ ਅਖਾੜਾ ਭਖਾਇਆ ਜਾਏਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਲੋਂ ਜਿੱਥੇ ਲੁਧਿਆਣਾ ਦੇ ਵਿੱਚ ਦਲ ਬਦਲੀ ਕਰਕੇ ਚੋਣ ਲੜ ਰਹੇ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ ਉੱਥੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਵਿੱਚ ਪਾਰਟੀ ਉਮੀਦਵਾਰਾਂ ਗੇਜਾ ਰਾਮ ਵਾਲਮੀਕੀ ਅਤੇ ਪਰਮਪਾਲ ਕੌਰ ਮਲੂਕਾ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਜਾਵੇਗਾ। ਇਸੇ ਤਰ੍ਹਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਵੱਲੋਂ ਰਾਜਪੁਰਾ ਤੇ ਪਟਿਆਲਾ ਦੇ ਵਿੱਚ ਪਰਨੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ। ਦੂਜੇ ਪਾਸੇ ਪ੍ਰਿਅੰਕਾ ਗਾਂਧੀ ਦੇ ਵੱਲੋਂ ਚੰਡੀਗੜ੍ਹ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਵਿੱਚ ਕਰਮਵਾਰ ਮਨੀਸ਼ ਤਿਵਾੜੀ, ਡਾ ਅਮਰ ਸਿੰਘ ਅਤੇ ਡਾ ਧਰਮਵੀਰ ਗਾਂਧੀ ਦੇ ਹੱਕ ਵਿੱਚ ਚੋਣ ਮੁਹਿੰਮ ਚਲਾਈ ਜਾਵੇਗੀ।
ਜਦੋਂ ਕਿ ਬੀਤੇ ਕੱਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿੱਚ ਰਾਹੁਲ ਗਾਂਧੀ ਵੱਲੋਂ ਪਾਰਟੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਸੀ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਚੋਣ ਪ੍ਰਚਾਰ ਦੇ ਲਈ ਪੰਜਾਬ ਪੁੱਜ ਗਏ ਹਨ। ਉਹਨਾਂ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮਿਲ ਕੇ ਹੁਸ਼ਿਆਰਪੁਰ ਅਤੇ ਬਠਿੰਡਾ ਦੇ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤੇ ਜਾਣਗੇ। ਉਧਰ ਪਹਿਲੀ ਵਾਰ ਆਪਣੇ ਦਮ ਤੇ ਚੋਣ ਰਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਮੁੜ ਗੁਰਦਾਸਪੁਰ ਦੇ ਵਿੱਚ ਪਾਰਟੀ ਉਮੀਦਵਾਰ ਡਾਕਟਰ ਦਲਜੀਤ ਸਿੰਘ ਚੀਮਾ ਦੇ ਹੱਕ ਵਿੱਚ ਚੋਣ ਮੁਹਿੰਮ ਚਲਾਈ ਜਾਵੇਗੀ।।