👉ਸੁਖਬੀਰ ਬਾਦਲ ਦੇ ਸਾਬਕਾ ਸਿਆਸੀ ਸਲਾਹਕਾਰ ਪਰਮਜੀਤ ਸਿੰਘ ਸਿੱਧਵਾਂ, ‘ਆਪ’ ਤੋਂ ਬੀਬੀ ਰੂਪ ਕੌਰ ਅਤੇ ਭਾਜਪਾ ਨਾਲ ਸਬੰਧਤ ਕੈਪਟਨ ਪਠਾਨੀਆ ਨੇ ਫੜਿਆ ਕਾਂਗਰਸ ਦਾ ਹੱਥ
Chandigarh News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ, ਸੀਪੀਆਈ ਅਤੇ ਹੋਰ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਨਾਲ ਸਬੰਧਤ ਆਗੂਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾ ਕੇ ਅਕਾਲੀ ਦਲ ਅਤੇ ਹੋਰ ਸਿਆਸੀ ਪਾਰਟੀਆਂ ਨੂੰ ਵੱਡਾ ਝਟਕਾ ਦਿੱਤਾ। ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਾਰੇ ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚਾਪਲੂਸਾਂ ਦੀ ਨਹੀਂ, ਸਗੋਂ ਇਮਾਨਦਾਰ ਸੋਚ ਅਤੇ ਲੋਕ-ਹਿੱਤਾਂ ਲਈ ਸਮਰਪਿਤ ਆਗੂਆਂ ਦੀ ਲੋੜ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਕੈਂਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਤੇ ਸੰਸਦ ਮੈਂਬਰ ਡਾ. ਅਮਰ ਸਿੰਘ ਵੀ ਮੌਜੂਦ ਸਨ।ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਅਤੇ ਲੋਕ ਸਿਆਸੀ ਤੌਰ ’ਤੇ ਜਾਗਰੂਕ ਹੋ ਚੁੱਕੇ ਹਨ। ਇਸੇ ਦਾ ਨਤੀਜਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਸਿਆਸੀ ਸਲਾਹਕਾਰ ਪਰਮਜੀਤ ਸਿੰਘ ਸਿੱਧਵਾਂ, ਆਮ ਆਦਮੀ ਪਾਰਟੀ ਤੋਂ ਬੀਬੀ ਰੂਪ ਕੌਰ ਆਪਣੇ ਪਰਿਵਾਰ ਸਮੇਤ, ਫਰੀਦਕੋਟ ਤੋਂ ਸੀਪੀਆਈ ਦੇ ਅਗਾਂਹਵਧੂ ਨੌਜਵਾਨ ਆਗੂ ਪਵਨਪ੍ਰੀਤ ਸਿੰਘ, ਅਮਰੀਕਾ ਦੀ ਨਾਗਰਿਕਤਾ ਛੱਡ ਕੇ ਪੰਜਾਬ ਦੀ ਸੇਵਾ ਲਈ ਵਾਪਸ ਪਰਤੇ ਸਾਬਕਾ ਵਿਧਾਇਕ ਕ੍ਰਿਪਾਲ ਸਿੰਘ ਦੇ ਪੁੱਤਰ ਕੋਰਵਵੀਰ ਸਿੰਘ ਰੰਧਾਵਾ ਕਾਥੂਨੰਗਲ ਅਤੇ ਭਾਜਪਾ ਨਾਲ ਸਬੰਧਤ ਰਾਜਪੂਤ ਭਾਈਚਾਰੇ ਦੇ ਆਗੂ ਕੈਪਟਨ ਆਰ.ਐੱਸ. ਪਠਾਨੀਆ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ 👉ਅਕਾਲੀ-ਭਾਜਪਾ ਗਠਜੋੜ ਮੌਕਾਪ੍ਰਸਤੀ ਦੀ ਮਿਸਾਲ; ਕਾਂਗਰਸ ਦਾ ਵੋਟ ਵਧੇਗਾ: ਕੇਕੇ ਅਗਰਵਾਲ
ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਨੂੰ ਹੋਰ ਸਿਆਸੀ ਮਜ਼ਬੂਤੀ ਮਿਲੇਗੀ।ਅਕਾਲੀ ਦਲ ਅਤੇ ਭਾਜਪਾ ਦੀ ਤੁਲਨਾ ਈਸਟ ਇੰਡੀਆ ਕੰਪਨੀ ਦੇ ਲੁਟੇਰਿਆਂ ਨਾਲ ਕਰਦਿਆਂ ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਦੇ ਸਰੋਤਾਂ ਅਤੇ ਹੱਕਾਂ ’ਤੇ ਕਬਜ਼ਾ ਕਰਨ ਦੀ ਫਿਰਾਕ ਵਿੱਚ ਹਨ। ਆਮ ਆਦਮੀ ਪਾਰਟੀ ਭਾਜਪਾ ਦੀ ‘ਬੀ-ਟੀਮ’ ਬਣ ਕੇ ਇਨ੍ਹਾਂ ਦਾ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੇ ਨਵੇਂ ਗੱਠਜੋੜ ਵਿੱਚ ਨਾ ਤਾਂ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਕੋਈ ਗੱਲ ਹੈ ਅਤੇ ਨਾ ਹੀ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਦਾ ਕੋਈ ਜ਼ਿਕਰ ਹੈ। ਸੁਖਬੀਰ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਸਵਾਲ ਕੀਤਾ ਕਿ ਜਿਹੜੇ ਆਗੂ ਪਹਿਲਾਂ ਭਾਜਪਾ ਵਿੱਚ ਜਾਣ ਵਾਲਿਆਂ ਦੇ ਡੀਐੱਨਏ ’ਤੇ ਸਵਾਲ ਉਠਾਉਂਦੇ ਸਨ, ਕੀ ਹੁਣ ਸੁਖਬੀਰ ਬਾਦਲ ਖੁਦ ਆਪਣਾ ਡੀਐੱਨਏ ਟੈਸਟ ਕਰਵਾਉਣਗੇ? ਉਨ੍ਹਾਂ ਦਾਅਵਾ ਕੀਤਾ ਕਿ ਦੋਵੇਂ ਪਾਰਟੀਆਂ ਪਹਿਲਾਂ ਹੀ ਸਿੰਗਲ ਡਿਜਿਟ ਤੱਕ ਸਿਮਟ ਚੁੱਕੀਆਂ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਦੀ ਸਿਆਸੀ ਸਥਿਤੀ ਹੋਰ ਕਮਜ਼ੋਰ ਹੋਵੇਗੀ।ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਰਮਜੀਤ ਸਿੰਘ ਸਿੱਧਵਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਅਕਾਲੀ ਦਲ ਅੰਦਰ ਭਾਰੀ ਬੇਚੈਨੀ ਹੈ ਅਤੇ ਭਾਜਪਾ ਨਾਲ ਗੱਠਜੋੜ ਕਰਕੇ ਪਾਰਟੀ ਦੀ ਅਸਲੀਅਤ ਲੋਕਾਂ ਸਾਹਮਣੇ ਆ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਆਰਐੱਸਐੱਸ ਅਤੇ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ।
ਇਹ ਵੀ ਪੜ੍ਹੋ 👉ਹਲਕਾ ਜਲਾਲਾਬਾਦ ’ਚ ਅਕਾਲੀ ਦਲ ਨੂੰ ਸਿਆਸੀ ਝਟਕਾ; ਕਈ ਆਗੂਆਂ ਨੇ ਕਾਂਗਰਸ ਨਾਲ ਮਿਲਾਇਆ ‘ਹੱਥ’
ਬਾਦਲ ਪਰਿਵਾਰ ਦੇ ਰਾਜ ਦੌਰਾਨ ਪੰਜਾਬ ਵਿੱਚ ਨਸ਼ਿਆਂ ਅਤੇ ਗੁੰਡਾਗਰਦੀ ਨੂੰ ਹੱਲਾਸ਼ੇਰੀ ਮਿਲੀ। ਖੇਤੀਬਾੜੀ ਦੇ ਕਾਲੇ ਕਾਨੂੰਨਾਂ ਨੂੰ ਲੈ ਕੇ ਵੀ ਅਕਾਲੀ ਦਲ ਦੀ ਭੂਮਿਕਾ ਸਵਾਲਾਂ ਦੇ ਘੇਰੇ ਵਿੱਚ ਰਹੀ। ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ’ਤੇ ਚੱਲੇ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ।ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅਕਾਲੀ-ਭਾਜਪਾ ਗੱਠਜੋੜ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਗੱਠਜੋੜ ਸਿਰਫ਼ ਸਿੱਖ ਅਤੇ ਹਿੰਦੂ ਵੋਟਾਂ ਦੇ ਧਰੁਵੀਕਰਨ ਦੇ ਮਕਸਦ ਨਾਲ ਕੀਤਾ ਗਿਆ ਇੱਕ ਮੌਕਾਪ੍ਰਸਤ ਸਿਆਸੀ ਸਮਝੌਤਾ ਹੈ। ਉਨ੍ਹਾਂ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB), ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ, ਮਨਰੇਗਾ ਵਿੱਚ ਕਟੌਤੀ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਵਰਗੇ ਅਹਿਮ ਮੁੱਦਿਆਂ ’ਤੇ ਉਸ ਦਾ ਕੀ ਸਟੈਂਡ ਹੈ? ਉਨ੍ਹਾਂ ਕਿਹਾ ਕਿ ਦਲਿਤਾਂ ਅਤੇ ਮਜ਼ਦੂਰਾਂ ਦੇ ਹੱਕਾਂ ਨੂੰ ਕੁਚਲਣ ਵਾਲੀ ਭਾਜਪਾ ਨਾਲ ਹੱਥ ਮਿਲਾ ਕੇ ਅਕਾਲੀ ਦਲ ਨੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ।ਪ੍ਰੈੱਸ ਕਾਨਫਰੰਸ ਦੇ ਅੰਤ ਵਿੱਚ ਪਰਗਟ ਸਿੰਘ ਨੇ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਇਨ੍ਹਾਂ ਸਵਾਰਥੀ ਸਿਆਸੀ ਤਾਕਤਾਂ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਏਕਤਾ ਨਾਲ ਪੰਜਾਬ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













