ਬਠਿੰਡਾ, 6 ਫਰਵਰੀ : ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਤੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਪੰਜ ਰੋਜਾ ਦਿਨ ਰਾਤ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਰਾਤ ਦੇ ਪ੍ਰਬੰਧ ਲਈ ਟਰਾਲੀਆਂ, ਟੈਂਟ, ਤੰਬੂ ਅਤੇ ਲੰਗਰ ਦੇ ਸਮਾਨ ਦਾ ਪ੍ਰਬੰਧ ਕੀਤਾ ਹੋਇਆ ਹੈ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂ ਕੇ, ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ, ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਸੰਬੰਧਿਤ ਮੰਗਾਂ ਨੂੰ ਲਾਗੂ ਕਰਾਉਣ ਲਈ ਇਹ ਜਦੋਜਹਿਦ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਨਵੀਂ ਕਿਸਾਨ ਪੱਖੀ ਖੇਤੀ-ਨੀਤੀ ਦਾ ਜਨਵਰੀ 21,2024 ਤੱਕ ਬਣਾਉਣ ਦਾ ਅਲਟੀਮੇਟਮ ਦਿੱਤਾ ਸੀ ਪਰ ਸਰਕਾਰ ਨੇ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ।
ਇਸੇ ਤਰ੍ਹਾਂ ਬੇ ਜ਼ਮੀਨੇ, ਗਰੀਬ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਜਮੀਨ ਦੀ ਤੋਟ ਪੂਰੀ ਕਰਨ,ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਸਸਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕਰਨ, ਕਿਸਾਨਾਂ-ਮਜਦੂਰਾਂ ਦੇ ਕਰਜ਼ਿਆਂ ਉਪਰ ਲੀਕ ਮਾਰਨ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਦਾ ਕਰਨ, ਝੋਨੇ ਦੀ ਖੇਤੀ ਹੇਠੋਂ ਰਕਬਾ ਘਟਾਉਣ ਲਈ ਬਦਲਵੇਂ ਪ੍ਰਬੰਧ ਕਰਨ ਤੋਂ ਇਲਾਵਾ ਖੇਤੀ ਕਿੱਤੇ ਤੋਂ ਵਾਫ਼ਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਕ ਜੀਆਂ ਲਈ ਲਾਹੇਵੰਦ ਰੋਜ਼ਗਾਰ ਯਕੀਨੀ ਬਣਾਉਣ ਅਤੇ ਬਾਕੀ ਬਚਦੇ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਲਈ ਕਿਹਾ Çਅਗਾ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖ਼ਾ ਕੀਤਾ ਜਾਵੇਗਾ।
Share the post "ਕਿਸਾਨੀ ਮੰਗਾਂ ਨੂੰ ਲੈ ਕੇ ਉਗਰਾਹਾ ਜਥੇਬੰਦੀ ਨੇ ਡੀਸੀ ਦਫ਼ਤਰ ਅੱਗੇ ਸ਼ੁਰੂ ਕੀਤਾ ਪੱਕਾ ਮੋਰਚਾ"