ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਮੀਟਿੰਗ ਵਿਚ ਲਏ ਕਈ ਅਹਿਮ ਫੈਸਲੇ
ਸੁਖਜਿੰਦਰ ਮਾਨ
ਬਠਿੰਡਾ, 19 ਜੁਲਾਈ : ਜ਼ਿਲ੍ਹੇ ਚ ਸਲੱਮ ਬਸਤੀਆਂ ਵਿਚ ਰਹਿੰਦੇ ਗ਼ਰੀਬ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਬਣਾਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਖਾਸ ਉਪਰਾਲੇ ਕਰੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡੀਡੀਆਰਸੀ ਦੇ ਡੀਐਮਟੀ ਮੈਂਬਰਾਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਲੋਕ ਭਲਾਈ ਹਿੱਤ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਕੀਤੀ ਗਈ ਸਮੀਖਿਆ ਬੈਠਕ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਡਿਸਟ੍ਰਿਕਟ ਐਜੂਕੇਸ਼ਨ ਸੁਸਾਇਟੀ ਦੇ ਆਹੁਦੇਦਾਰਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਂਦਇੰਦਿਆਂ ਨੂੰ ਕਿਹਾ ਕਿ ਉਹ ਇਸ ਤਰ੍ਹਾਂ ਦੀਆਂ ਸਲੱਮ ਬਸਤੀਆਂ ਵਿਚ ਜਾ ਕੇ ਸਿੱਖਿਆ ਤੋਂ ਵਾਂਝੇ ਰਹਿ ਰਹੇ ਗ਼ਰੀਬ ਬੱਚਿਆਂ ਦੀ ਪਹਿਚਾਣ ਕਰਨ ਤਾਂ ਜੋ ਉਨ੍ਹਾਂ ਨੂੰ ਸਿੱਖਿਆ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ।ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਦਿਵਿਆਂਗ ਵਿਅਕਤੀਆਂ ਅਤੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਯੂਡੀਆਈਡੀ ਕਾਰਡ ਬਣਾਉਣਾ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਲੋੜਵੰਦ ਲਾਭਪਾਤਰੀ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਕੋਈ ਵੀ ਵਾਝਾਂ ਨਾ ਰਹਿ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਵਨ ਸਟਾਪ ਸੈਂਟਰ ਤੋਂ ਸਿਵਲ ਹਸਪਤਾਲ ਵਿਚ ਸਾਈਨ ਬੋਰਡ ਲਗਾਉਣ ਬਾਰੇ ਵੀ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਪਿੰਡ ਨਰੂਆਣਾ ਵਿਖੇ ਦਾਨ ਵਿੱਚ ਮਿਲੀ ਜ਼ਮੀਨ ਅਤੇ ਪਿੰਡ ਉਡਤ ਸੈਦੇ ਵਾਲਾ (ਜ਼ਿਲ੍ਹਾ ਮਾਨਸਾ) ਵਿਖੇ ਦਾਨ ਵਿੱਚ ਮਿਲੀ ਜ਼ਮੀਨ ਨੂੰ ਸਾਲ 2023-24 ਲਈ ਠੇਕੇ ਤੇ ਦੇਣ, ਦਫ਼ਤਰ ਦੀ ਰੈਨੋਵੇਸ਼ਨ ਕਰਵਾਉਣ, ਅਡਵਾਂਸ ਕੈਂਸਰ ਇੰਸਟੀਚਿਊਟ ਅਤੇ ਏਮਜ਼ ਬਠਿੰਡਾ ਵਿਖੇ ਜਨ ਔਸ਼ਦੀ ਸਟੋਰ ਖੋਲ੍ਹਣ, ਰੈਡ ਕਰਾਸ ਅਤੇ ਇਸ ਦੀਆਂ ਸਹਿਯੋਗ ਸੰਸਥਾਵਾਂ ਵਿਖੇ ਕੰਮ ਕਰਦੇ ਸਟਾਫ਼ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਬਾਰੇ, ਰੈਡ ਕਰਾਸ ਦਫ਼ਤਰ ਵਿਖੇ ਇੰਸਟੀਚਿਊਟ ਆਫ਼ ਆਟੋਮੇਟਿਵ ਐਂਡ ਡਰਾਈਵਿੰਗ ਸਕਿੱਲਜ਼ ਖੋਲ੍ਹਣ, ਰੈਡ ਕਰਾਸ ਸੁਸਾਇਟੀ ਵਲੋਂ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਡੈਫ਼ ਐਂਡ ਡੰਬ ਵਿਖੇ ਰੈੱਡ ਕਰਾਸ ਸਪੈਸਲਾਈਜ਼ਡ ਅਡਾਪਸ਼ਨ ਏਜੰਸੀ ਲੈਣ ਸਬੰਧੀ ਆਦਿ ਵਿਸ਼ਿਆਂ ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਏਡੀਸੀ (ਜਨਰਲ) ਪਲਵੀ ਚੌਧਰੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋ, ਐਸਡੀਐਮ ਬਠਿੰਡਾ ਨਾਇਤ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਆਰਟੀਏ ਰਾਜਦੀਪ ਬਰਾੜ, ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ, ਜ਼ਿਲ੍ਹਾ ਸਮਾਜਿਕ ਸਿੱਖਿਆ ਅਫ਼ਸਰ ਜਸਵੀਰ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਤੇ ਸਮਾਜ ਸੇਵੀ ਸੰਸਥਾਵਾਂ ਕਰਨਗੀਆਂ ਸਕੂਲੋਂ ਵਿਰਵੇ ਬੱਚਿਆਂ ਨੂੰ ਸਿੱਖਿਅਤ : ਡਿਪਟੀ ਕਮਿਸ਼ਨਰ
ਵਕਫ਼ ਬੋਰਡ ਵਲੋਂ ਬਠਿੰਡਾ ’ ਚ ਮਸਜਿਦਾਂ ਦੇ ਵਿਕਾਸ ਅਤੇ ਕਬਰਸਤਾਨਾਂ ਦੀਆਂ ਚਾਰਦੀਵਾਰੀਆਂ ਲਈ 10.64 ਲੱਖ ਜਾਰੀ
ਪੰਜਾਬ ’ਚ ਸਿਹਤ ਤੇ ਸਿੱਖਿਆ ਦੇ ਖੇਤਰ ’ਚ ਵੀ ਕੀਤਾ ਜਾ ਰਿਹਾ ਹੈ ਵਿਕਾਸ : ਐੱਮਐੱਫ ਫਾਰੂਕੀ
ਸੁਖਜਿੰਦਰ ਮਾਨ
ਬਠਿੰਡਾ, 19 ਜੁਲਾਈ : ਪੰਜਾਬ ਵਕਫ਼ ਬੋਰਡ ਵੱਲੋਂ ਸੂਬੇ ਵਿੱਚ ਮਸਜਿਦਾਂ ਦੇ ਵਿਕਾਸ ਦੇ ਨਾਲ-ਨਾਲ ਕਬਰਸਤਾਨਾਂ ਦੀ ਚਾਰਦੀਵਾਰੀ ਦਾ ਕੰਮ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਪਿਛਲੇ 5 ਮਹੀਨਿਆਂ ਵਿੱਚ ਪੰਜਾਬ ਵਕਫ਼ ਬੋਰਡ ਵੱਲੋਂ ਆਪਣੇ ਬਠਿੰਡਾ ਸਰਕਲ ਵਿੱਚ 10.65 ਲੱਖ ਰੁਪਏ ਦੀ ਵਿਕਾਸ ਗਰਾਂਟ ਜਾਰੀ ਕੀਤੀ ਗਈ ਹੈ। ਜਿਸ ਤਹਿਤ ਬਠਿੰਡਾ ਅਤੇ ਮਾਨਸਾ ਦੀਆਂ ਮਸਜਿਦਾਂ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਕਬਰਸਤਾਨਾਂ ਨੂੰ ਚਾਰਦੀਵਾਰੀ ਨਾਲ ਢੱਕਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਕਫ਼ ਬੋਰਡ ਦੇ ਪ੍ਰਸ਼ਾਸਕ ਅਤੇ ਏਡੀਜੀਪੀ ਐਮਐਫ ਫਾਰੂਕੀ ਨੇ ਦੱਸਿਆ ਕਿ ਬਠਿੰਡਾ ਵਿੱਚ ਮਸਜਿਦਾਂ ਦੇ ਵਿਕਾਸ ਦੇ ਨਾਲ-ਨਾਲ ਕਬਰਸਤਾਨਾਂ ਨੂੰ ਲਗਾਤਾਰ ਰਾਖਵਾਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਿੰਡਾਂ ਵਿੱਚ ਮੁਸਲਿਮ ਭਾਈਚਾਰੇ ਨੂੰ ਕਬਰਸਤਾਨਾਂ ਦੀ ਲੋੜ ਹੈ, ਉਨ੍ਹਾਂ ਨੂੰ ਤੁਰੰਤ ਪੂਰਾ ਕੀਤਾ ਜਾ ਰਿਹਾ ਹੈ ਅਤੇ ਹੁਣ ਵਕਫ਼ ਬੋਰਡ ਦੀ ਜ਼ਮੀਨ ਤੇ ਨਾਜਾਇਜ਼ ਤੌਰ ’ਤੇ ਬੈਠੇ ਲੋਕਾਂ ਨੂੰ ਕਾਨੂੰਨੀ ਤਰੀਕੇ ਨਾਲ ਲੀਜ਼ ’ਤੇ ਦਿੱਤੀ ਜਾ ਰਹੀ ਹੈ। ਪੰਜਾਬ ਵਕਫ਼ ਬੋਰਡ ਵੱਲੋਂ ਮਸਜਿਦਾਂ ਨੂੰ ਹਰ ਮਹੀਨੇ 6-6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਏਡੀਜੀਪੀ ਨੇ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ। ਕਬਰਸਤਾਨਾਂ ਦੀ ਚਾਰਦੀਵਾਰੀ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸ ਦੌਰਾਨ ਵਕਫ਼ ਬੋਰਡ ਦੇ ਸੀ.ਈ.ਓ ਲਤੀਫ ਅਹਿਮਦ ਅਤੇ ਮੁਹੰਮਦ ਅਲੀ ਨੇ ਦੱਸਿਆ ਕਿ ਬਠਿੰਡਾ ਅਤੇ ਮਾਨਸਾ ’ਚ ਮਸਜਿਦ ਮੁਹੱਲਾ ਮੌਲਵੀ ਨੂੰ 1.50 ਲੱਖ ਰੁਪਏ, ਮਸਜਿਦ ਪਿੰਡ ਜਲਾਲ ਤਹਿਸੀਲ ਰਾਮਪੁਰਾ ਫੂਲ 90 ਹਜ਼ਾਰ, ਮਸਜਿਦ ਆਹਲੂਪੁਰ ਤਹਿਸੀਲ ਸਰਦੂਲਗੜ੍ਹ ਮਾਨਸਾ ਨੂੰ 4.50 ਲੱਖ, ਮਸਜਿਦ ਪਿੰਡ ਕੁਲਰੀਆਂ 1 ਲੱਖ, ਮਸਜਿਦ ਖੀਵਾਂ ਕਲਾਂ ਮਾਨਸਾ ਨੂੰ 1.50 ਲੱਖ, ਮਸਜਿਦ ਤਹਿਸੀਲ ਬੁਢਲਾਡਾ ਨੂੰ 75 ਹਜ਼ਾਰ, ਕਬਰਸਤਾਨ ਨੂੰ 50 ਹਜ਼ਾਰ ਰੁਪਏ ਦਿੱਤੇ, ਕੁੱਲ 10.65 ਲੱਖ ਵਿਕਾਸ ਰਾਸ਼ੀ ਜਾਰੀ ਕੀਤੀ ਗਈ ਹੈ।
ਸੂਬਾ ਸਰਕਾਰ ਵੱਲੋਂ ਹੜ੍ਹ ਰਾਹਤ ਪ੍ਰਬੰਧਾਂ ਲਈ ਕੀਤੇ ਗਏ ਹਨ ਪੂਰੇ ਇੰਤਜਾਮ : ਜਗਰੂਪ ਸਿੰਘ ਗਿੱਲ
ਆਉਣ ਵਾਲੇ ਦਿਨਾਂ ਚ ਵੀ ਹੋਰ ਵੀ ਰਾਹਤ ਸਮੱਗਰੀ ਭੇਜੀ ਜਾਵੇਗੀ
ਸੁਖਜਿੰਦਰ ਮਾਨ
ਬਠਿੰਡਾ, 19 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹ ਰਾਹਤ ਪ੍ਰਬੰਧਾਂ ਲਈ ਪੂਰੇ ਇੰਤਜਾਮ ਕੀਤੇ ਹੋਏ ਹਨ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਚ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਵੇਰਕਾ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਪੀੜ੍ਹਤਾਂ ਲਈ ਰਾਸ਼ਨ ਦੇ ਟਰੱਕ ਨੂੰ ਹਰੀ ਝੰਡੀ ਦੇਣ ਉਪਰੰਤ ਕੀਤਾ। ਇਸ ਮੌਕੇ ਜਗਰੂਪ ਸਿੰਘ ਗਿੱਲ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਂਇਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਚ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਕੋਈ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ ਸਗੋਂ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੇ ਦੁੱਖ ਵਿੱਚ ਉਨ੍ਹਾਂ ਦਾ ਸਾਥ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਤੇ ਫ਼ੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਬਠਿੰਡਾ ਤੇ ਆਸ-ਪਾਸ ਦਾ ਖੇਤਰ ਹਾਲ ਹੀ ਚ ਹੜ੍ਹਾਂ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੋਰ ਵੀ ਹਰ ਪ੍ਰਭਾਵਿਤ ਪੀੜ੍ਹਤਾ ਲਈ ਰਾਹਤ ਸਮੱਗਰੀ ਭੇਜੀ ਜਾਵੇਗੀ। ਇਸ ਮੌਕੇ ਐਮਸੀ ਸ਼?ਰੀ ਸੁਖਦੀਪ ਸਿੰਘ ਢਿੱਲੋਂ, ਵੇਰਕਾ ਦੇ ਜਨਰਲ ਮੈਨੇਜ਼ਰ ਰਾਕੇਸ਼ ਗੁਪਤਾ, ਸਾਬਕਾ ਚੇਅਰਮੈਨ ਡਾਇਰੈਕਟਰ ਸੁਖਪਾਲ ਸਿੰਘ, ਡਾ. ਪ੍ਰਮੋਦ ਸ਼ਰਮਾ, ਅਭਿਨਵ ਅਤੇ ਆਰ.ਕੇ ਪਟੇਲ ਆਦਿ ਹਾਜ਼ਰ ਸਨ।
ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀ.ਏ. ਜਸਵਿੰਦਰ ਡਾਂਗ ਗ੍ਰਿਫਤਾਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਜੁਲਾਈ:ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਆਈ.ਪੀ.ਸੀ.ਦੀ ਧਾਰਾ 406, 420, 465, 467, 468, 471, 384, 120-ਬੀ ਅਧੀਨ ਪੁਲਿਸ ਸਟੇਸ਼ਨ ਪੰਜਾਬ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਦਰਜ ਐਫ.ਆਈ.ਆਰ. ਨੰ. 01 ਮਿਤੀ 21.02.2023 ਤਹਿਤ ਕੀਤੀ ਜਾਂਚ ਉਪਰੰਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੀ.ਏ.ਸੀ.ਐਲ. ਦੀ ਐਕਸਟਰਾ ਔਰਡਨਰੀ ਜਨਰਲ ਮੀਟਿੰਗ (ਈ.ਓ.ਜੀ.ਐਮ) ਜੈਪੁਰ (ਰਾਜਸਥਾਨ) ਵਿੱਚ ਇਸ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਸੀ ਅਤੇ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪੀ.ਏ.ਸੀ.ਐਲ. ਦੇ ਤਿੰਨ ਨਵੇਂ ਡਾਇਰੈਕਟਰਾਂ ਦੀ ਨਿਯੁਕਤੀ ਵੀ ਕੀਤੀ ਗਈ ਸੀ। ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਨੇ ਸਹਿ ਮੁਲਜ਼ਮਾਂ ਨਾਲ ਸਾਜ਼ਿਸ਼ ਰਚ ਕੇ ਫ਼ਰਜ਼ੀ ਦਸਤਾਵੇਜ਼ ਤਸਦੀਕ ਕੀਤੇ ਅਤੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਸਬੰਧੀ ਦਸਤਾਵੇਜ਼ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਦੀ ਵੈੱਬਸਾਈਟ ‘ਤੇ ਅਪਲੋਡ ਕੀਤੇ। ਹਾਲਾਕਿ ਸਚਾਈ ਇਹ ਹੈ ਕਿ ਉਸਨੂੰ ਪਤਾ ਸੀ ਕਿ ਇਹ ਮੀਟਿੰਗ ਅਸਲ ਵਿੱਚ ਹੋਈ ਹੀ ਨਹੀਂ ਸੀ।ਬੁਲਾਰੇ ਨੇ ਦੱਸਿਆ ਕਿ ਉਹ ਇਸ ਗੱਲ ਤੋਂ ਵੀ ਭਲੀ-ਭਾਂਤ ਜਾਣੂ ਸੀ ਕਿ ਲਗਭਗ 5 ਕਰੋੜ ਗ਼ਰੀਬ ਅਤੇ ਭੋਲੇ-ਭਾਲੇ ਨਿਵੇਸ਼ਕਾਂ ਨੇ ਪੀ.ਏ.ਸੀ.ਐਲ. ਵਿੱਚ ਲਗਭਗ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀ.ਏ.ਸੀ.ਐਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐਲ. ਲਿਮ. ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਸੇਬੀ ਵੱਲੋਂ ਜਸਟਿਸ (ਸੇਵਾਮੁਕਤ) ਆਰ. ਐਮ. ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ।
ਹੜ੍ਹਾਂ ਦੀ ਮੁਸੀਬਤ ਬਾਰੇ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਜਾਵੇ: ਹਰਸਿਮਰਤ ਕੌਰ ਬਾਦਲ
ਸਰਕਾਰ ਮੌਕੇ ਤੋਂ ਲਾਪਤਾ ਤੇ ਲੋਕ ਆਪ ਤ੍ਰਾਸਦੀ ਨਾਲ ਨਜਿੱਠ ਰਹੇ ਹਨ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ,18 ਜੁਲਾਈ: ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਪ੍ਰੋਮੋਟ ਕਰਨ ਵਾਸਤੇ ਆਪਣੇ ਪਬਲੀਸਿਟੀ ਸਟੰਟ ਬੰਦ ਕਰਨ ਅਤੇ ਤੁਰੰਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਤਾਂ ਜੋ ਪੰਜਾਬ ਵਿਚ ਹੜ੍ਹਾਂ ਦੀ ਮੁਸੀਬਤ ’ਤੇ ਚਰਚਾ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਣਾ ਚਾਹੀਦਾਹੈ ਤਾਂ ਜੋ ਪਿਛਲੇ ਦਰਵਾਜ਼ੇ ਰਾਹੀਂ ਸਿੱਖ ਗੁਰਧਾਮਾਂ ’ਤੇ ਕੰਟਰੋਲ ਕਰਨ ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਦੇ ਮਾਮਲੇ ’ਤੇ ਚਰਚਾ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਕੀ ਮੁੱਖ ਮੰਤਰੀ ਤੁਸੀਂ ਕਿਸੇ ਹੋਰ ਫਿਰਕੇ ਦੇ ਧਾਰਮਿਕ ਮਾਮਲਿਆਂ ਵਿਚ ਅਜਿਹਾ ਦਖਲ ਕਰ ਸਕਣ ਦੀ ਹਿੰਮਤ ਰੱਖਦੇ ਹੋ? ਉਹਨਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਕੋਲ ਆਪਣੇ ਗੈਰ ਪੰਜਾਬੀ ਆਕਾ ਅਰਵਿੰਦ ਕੇਜਰੀਵਾਲ ਨੂੰ ਕਰਨਾਟਕਾ ਆਦਿ ਵਰਗੇ ਦੂਰ ਦੁਰਾਡੇ ਦੇ ਖੇਤਰਾਂ ਤੱਕ ਲੈ ਕੇ ਜਾਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ ਤੇ ਇਹ ਸਭ ਕੁਝ ਪੰਜਾਬੀ ਟੈਕਸ ਦਾਤਿਆਂ ਦੇ ਪੈਸੇ ਨਾਲ ਕੀਤਾ ਜਾ ਰਿਹਾ ਹੈ।ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਦੀ ਤ੍ਰਾਸਦੀ ਭਗਵੰਤ ਦੀ ਬਣਾਈ ਹੋਈ ਹੈ ਨਾ ਕਿ ਭਗਵਾਨ ਦੀ ਬਣਾਈ ਹੋਈ ਹੈ।ਸਰਦਾਰਨੀ ਬਾਦਲ ਬੁਢਲਾਡਾ ਤੇ ਸਰਦੂਲਗੜ੍ਹ ਹਲਕਿਆਂ ਦੇ ਪਿੰਡਾਂ ਫੂਸ ਮੰਡੀ, ਸਾਧੂਵਾਲਾ, ਰਿਓਣ ਖੁਰਦ, ਰਿਓਣ ਕਲਾਂ ਤੇ ਸਰਦੂਲਗੜ੍ਹ ਸ਼ਹਿਰ ਦੇ ਵੱਖ-ਵੱਖ ਵਾਰਡਾਂ ਸਮੇਤ ਮਾਲਵਾ ਪੱਟੀ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕੀਤਾ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਨੇ ਅਨੇਕਾਂ ਥਾਵਾਂ ’ਤੇ ਆਰਜ਼ੀ ਬੰਨ ਲਾਉਣ ਵਿਚ ਰੁੱਝੇ ਵਰਕਰਾਂ ਨਾਲ ਵੀ ਗੱਲਬਾਤ ਕੀਤੀ ਤੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਮਾਰੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਸਰਗਰਮੀ ਨਾਲ ਕੰਮ ਕਰਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੇ ਬਾਅਦ ਵਿਚ ਜਾਰੀ ਕੀਤੇ ਬਿਆਨ ਵਿਚ ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਮੁੱਖ ਮੰਤਰੀ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਸੈਂਕੜੇ ਪਿੰਡ ਤੇ ਹਜ਼ਾਰਾਂ ਏਕੜ ਫਸਲ ਹੜ੍ਹ ਦੀ ਮਾਰ ਹੇਠ ਹੈ ਜਦੋਂ ਕਿ ਤੁਸੀਂ ਉਹਨਾਂ ਨੂੰ ਛੱਡ ਕੇ ਬਾਹਰ ਉਡਾਰੀਆਂ ਮਾਰ ਰਹੇ ਹੋ ਅਤੇ ਉਹਨਾਂ ਲੋਕਾਂ ਨਾਲ ਧਰੋ ਕਮਾ ਰਹੇ ਹੋ ਜਿਹਨਾਂ ਨੇ ਆਪਣੀ ਕਿਸਮਤ ਉਹਨਾਂ ਦੇ ਹੱਥਾਂ ਵਿਚ ਸੌਂਪਿਆ ਹੈ। ਉਹਨਾਂ ਕਿਹਾ ਕਿ ਉਹ ਇਸ ਗੱਲ ਤੋਂ ਬੇਹੱਦ ਦੁਖੀ ਹਨ ਕਿ ਜਦੋਂ ਸੂਬੇ ਦੇ ਲੋਕ ਹੜ੍ਹਾਂ ਤੋਂ ਪੀੜਤ ਹਨ, ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ, ਪਸ਼ੂ ਮਰ ਰਹੇ ਹਨ ਤਾਂ ਉਸ ਵੇਲੇ ਮੁੱਖ ਮੰਤਰੀ ਕਰਨਾਟਕਾ ਵਿਚ ਕੇਜਰੀਵਾਲ ਨੂੰ ਪ੍ਰੋਮੋਟ ਕਰਨ ਵਾਸਤੇ ਉਡਾਰੀਆਂ ਲਾ ਰਹੇ ਹਨ।ਉਹਨਾਂ ਅਫਸੋਸ ਜ਼ਾਹਰ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਗਿਰਦਾਵਰੀ ਤੋਂ ਪਹਿਲਾਂ ਮੁਆਵਜ਼ਾ ਦੇਣ ਦੀ ਗੱਲ ਕਰਦੇ ਹਨ ਪਰ ਅਸਲ ਵਿਚ ਉਹ ਉਸ ਵੇਲੇ ਤੋਂ ਆਪਣਾ ਚੇਹਰਾ ਵਿਖਾਉਣ ਤੋਂ ਭੱਜ ਗਏ ਹਨ ਜਦੋਂ ਕਿ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਸੈਂਕੜੇ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਐਕਸ ਗ੍ਰੇਸ਼ੀਆ ਗਰਾਂਟ ਦਾਐਲਾਨ ਨਹੀਂ ਕੀਤਾ ਤੇ ਕਿਸੇ ਨੂੰ ਇਹ ਦੇਣਾ ਤਾਂ ਦੂਰ ਦੀ ਗੱਲ ਹੈ। ਉਹਨਾਂ ਕਿਹਾ ਕਿ ਪਿੰਡਾਂ ਵਿਚ ਲੋਕ ਆਪਣੀਆਂ ਜਾਨਾਂ, ਫਸਲਾਂ, ਪਸ਼ੂ ਤੇ ਜਾਇਦਾਦ ਗੁਆ ਰਹੇ ਹਨ ਤੇ ਸਰਕਾਰ ਵੱਲੋਂ ਕਿਸੇ ਵੀ ਤਰੀਕੇ ਦੀ ਮਦਦ ਨਾ ਮਿਲਣ ਕਾਰਨ ਤਣਾਅ ਹੋਰ ਵੱਧ ਰਿਹਾ ਹੈ। ਉਹਨਾਂ ਕਿਹਾ ਕਿ ਪਿੰਡਾਂ ਵਾਲੇ ਆਪਣੇ ਸਰੋਤ ਇਕੱਠੇ ਕਰ ਕੇ ਆਪਣੇ ਪਿੰਡਾਂ ਨੂੰ ਹੜ੍ਹਾਂ ਦੇ ਪਾਣੀ ਤੋਂ ਬਚਾਉਣ ਵਿਚ ਲੱਗੇ ਹਨ ਜਦੋਂ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਗੈਰ ਹਾਜ਼ਰ ਹੈ।ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਉਹਨਾਂ ਦੀਆਂ ਚੇਤਾਵਨੀਆਂ ਦੇ ਬਾਵਜੂਦ ਪ੍ਰਸ਼ਾਸਨ ਨੇ ਬੰਨਾ ਨੂੰ ਮਜ਼ਬੂਤ ਕਰਨ ਵਾਸਤੇ ਕੋਈ ਕਦਮ ਨਹੀਂ ਚੁੱਕੇ। ਉਹਨਾਂ ਕਿਹਾ ਕਿ ਚਾਂਦਪੁਰਾ ਬੰਨ ਸਿਰਫ ਇਸ ਕਰ ਕੇ ਟੁੱਟਿਆ ਕਿਉਂਕਿ ਪ੍ਰਸ਼ਾਸਨ ਨੇ ਅਣਗਹਿਲੀ ਵਰਤੀ ਜਿਸ ਕਾਰਨ ਘੱਗਰ ਦੇ ਪਾਣੀਆਂ ਨੇ ਬੁਢਲਾਡਾ ਤੇ ਸਰਦੂਲਗੜ੍ਹ ਇਲਾਕਿਆਂ ਨੂੰ ਆਪਣੇ ਕਲਾਵੇ ਵਿਚ ਲੈ ਲਿਆ।ਉਹਨਾਂ ਕਿਹਾ ਕਿ ਸੰਕਟ ਦੇ ਇਸ ਸਮੇਂ ਵਿਚ ਵੀ ਮੁੱਖ ਮੰਤਰੀ ਤੇ ਉਹਨਾਂ ਦੀ ਆਪ ਸਰਕਾਰ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਤਸਵੀਰਾਂ ਖਿੱਚਵਾਉਣ ’ਤੇ ਲੱਗੇ ਹਨ।ਉਹਨਾਂ ਕਿਹਾ ਕਿ ਇਸ ਤ੍ਰਾਸਦੀ ਦੀਆਂ ਅਨੇਕਾਂ ਕਹਾਣੀਆਂ ਹਨ। ਉਹਨਾਂ ਕਿਹਾ ਕਿ ਹਰ ਕੋਈ ਦਰਦਭਰੀ ਹੈ ਤੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚੇਤੇ ਕਰ ਰਹੇ ਹਨ ਜਿਹਨਾਂ ਨੇ ਅਜਿਹੇ ਹਾਲਾਤ ਵਿਚ ਲੋਕਾਂ ਵਾਸਤੇ ਕੀ ਕੁਝ ਕੀਤਾ ਹੁੰਦਾ। ਉਹਨਾਂ ਕਿਹਾ ਕਿ ਸਰਦਾਰ ਬਾਦਲ ਦੀ ਅਗਵਾਈ ਵਿਚ ਸਰਕਾਰਾਂ ਵੱਲੋਂ ਫਰਵਰੀ ਤੋਂ ਮਈ ਦਰਮਿਆਨ ਨਹਿਰਾਂ, ਖਾਲਿਆਂ, ਨਾਲਿਆਂ ਦੀ ਸਫਾਈ ਦੇ ਨਾਲ-ਨਾਲ ਬੰਨਾ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਜਾਂਦਾ ਸੀ। ਉਹਨਾਂ ਕਿਹਾ ਕਿ ਜਦੋਂ ਹਾਲਾਤ ਬਦ ਤੋਂ ਬਦਤਰ ਹੋ ਜਾਂਦੇ ਸਨ ਤਾਂ ਉਹ ਆਪ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਵਾਸਤੇ ਪਹੁੰਚ ਜਾਂਦੇ ਸਨ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਉਂਦੇ ਸਨ।ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਹਰ ਵੇਲੇ ਹਰ ਤਰੀਕੇ ਮਦਦ ਵਾਸਤੇ ਤਿਆਰ ਹਨ। ਉਹਨਾਂ ਨੇ ਪਿੰਡਾਂ ਵਿਚ ਡੀਜ਼ਲ ਡਰੰਮ, ਸੁੱਕੇ ਦੁੱਧ ਦੇ ਪੈਕੇਟ ਲੋਕਾਂ ਨੂੰ ਸੌਂਪੇ ਅਤੇ ਨਾਲ ਹੀ ਲੋਕਾਂ ਤੱਕ ਪਹੁੰਚਣ ਵਾਸਤੇ ਟਰੈਕਟਰ, ਕਿਸ਼ਤੀਆਂ ਤੇ ਚਾਰੇ ਦਾ ਪ੍ਰਬੰਧ ਵੀ ਕੀਤਾ।ਉਹਨਾਂ ਨੇ ਉਹਨਾਂ ਥਾਵਾਂ ਦਾ ਵੀ ਨਿਰੀਖਣ ਕੀਤਾ ਜਿਥੇ ਲੋਕਾਂ ਨੇ ਸੜਕਾਂ ’ਤੇ ਆਰਜ਼ੀ ਬੰਨ ਉਸਾਰੇ ਹਨ।ਸਾਬਕਾ ਕੇਂਦਰੀ ਮੰਤਰੀ ਦੇ ਨਾਲ ਸੀਨੀਅਰ ਅਕਾਲੀ ਆਗੂ ਪ੍ਰੇਮ ਅਰੋੜਾ, ਗੁਰਮੇਲ ਸਿੰਘ ਫਫੜੇ, ਬੱਲਮ ਸਿੰਘ ਕਲੀਪੁਰ, ਗੁਰਪ੍ਰੀਤ ਸਿੰਘ ਚਹਿਲ, ਹਨੀਸ਼ ਮਾਨਸਾ, ਗੁਰਦੀਪ ਸਿੰਘ ਟੋਡਰਪੁਰ, ਬੌਬੀ ਜੈਨ ਤੇ ਜਤਿੰਦਰ ਸਿੰਘ ਸੋਢੀ ਵੀ ਹਾਜ਼ਰ ਸਨ।
ਔਖੇ ਸਮੇਂ ਵਿਚ ਭਾਰਤ ਸਰਕਾਰ ਹਰੀ ਕ੍ਰਾਂਤੀ ਦੇ ਮੋਹਰੀ ਪੰਜਾਬ ਦੀ ਬਾਂਹ ਫੜੇ: ਗੁਰਮੀਤ ਸਿੰਘ ਖੁੱਡੀਆਂ
ਹੜ੍ਹਾਂ ਦੇ ਨੁਕਸਾਨ ਦਾ ਅਨੁਮਾਨ ਲਾ ਕੇ ਜਲਦ ਹੀ ਦਿੱਤਾ ਜਾਵੇਗਾ ਢੁਕਵਾਂ ਮੁਆਵਜ਼ਾ
ਪੰਜਾਬੀ ਖ਼ਬਰਸਾਰ ਬਿਉਰੋ
ਡੇਰਾਬੱਸੀ/ਐੱਸ.ਏ.ਐੱਸ. ਨਗਰ, 18 ਜੁਲਾਈ: ਡੇਰਾਬੱਸੀ ਸਬ ਡਵੀਜ਼ਨ ਵਿੱਚ ਲਾਲੜੂ ਖੇਤਰ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਤੇ ਖੇਤਾਂ ਦਾ ਜਾਇਜ਼ਾ ਲੈਂਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਸੂਬੇ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਪਰ ਇਸ ਔਖੇ ਵੇਲੇ ਵਿਚ ਦੇਸ਼ ਦੀ ਕੇਂਦਰ ਸਰਕਾਰ ਨੂੰ ਹਰੀ ਕ੍ਰਾਂਤੀ ਨਾਲ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੀ ਬਾਂਹ ਫੜ੍ਹਨੀ ਚਾਹੀਦੀ ਹੈ। ਇਸ ਮੌਕੇ ਉਹਨਾਂ ਨੇ ਪਿੰਡ ਡਹਿਰ, ਆਲਮਗੀਰ, ਟਿਵਾਣਾ, ਅਮਲਾਨਾ, ਖਜੂਰ ਮੰਡੀ ਅਤੇ ਸਾਧਾਪੁਰ ਦਾ ਦੌਰਾ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਮੁੜ ਪੈਰਾਂ ‘ਤੇ ਖੜ੍ਹ ਕੇ ਦੇਸ਼ ਦੀ ਤਰੱਕੀ ਵਿਚ ਹੀ ਯੋਗਦਾਨ ਪਾਉਣਾ ਹੈ। ਕੇਂਦਰ ਵੱਲੋਂ ਭੇਜੇ 218 ਕਰੋੜ ਨਾਲ ਇਹ ਭਰਪਾਈ ਨਹੀਂ ਹੋਣੀ। ਉਹਨਾਂ ਕਿਹਾ ਕਿ ਜੋ ਮਰਜ਼ੀ ਹੋਵੇ ਪੰਜਾਬ ਸਰਕਾਰ ਹਰ ਹਾਲ ਨੁਕਸਾਨ ਦਾ ਹਿਸਾਬ ਲਾ ਕੇ ਸੂਬੇ ਦੇ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦੇਵੇਗੀ। ਹੜ੍ਹ ਕਾਰਨ ਵੱਡੇ ਪੱਧਰ ਉੱਤੇ ਨੁਕਸਾਨੇ ਖੇਤਾਂ ਵਿੱਚ ਜਾ ਕੇ ਨੁਕਸਾਨ ਦਾ ਜਾਇਜ਼ਾ ਲੈਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਕਦੇ ਬਹੁਤ ਹੀ ਉਪਜਾਊ ਰਹੀ ਜ਼ਮੀਨ ਅੱਜ ਘੱਗਰ ਦੀ ਮਾਰ ਨਾਲ ਘੱਗਰ ਦਾ ਹੀ ਰੂਪ ਹੋਈ ਨਜ਼ਰ ਆ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇਸ ਨੁਕਸਾਨ ਦਾ ਅਨੁਮਾਨ ਲਾਇਆ ਜਾ ਰਿਹਾ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੋਈ ਯੋਜਨਾ ਨਹੀਂ ਬਣਾਈ ਤੇ ਨਾ ਹੀ ਘੱਗਰ ਦੇ ਕੰਢੇ ਪੱਕੇ ਕਰਨ ਲਈ ਕੋਈ ਉਪਰਾਲਾ ਕੀਤਾ ਗਿਆ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਦਿਨ ਤੋਂ ਜ਼ਮੀਨੀ ਪੱਧਰ ਉੱਤੇ ਲੋਕਾਂ ਵਿਚ ਵਿਚਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਵਿੱਖ ਵਿਚ ਅਜਿਹੇ ਇੰਤਜ਼ਾਮ ਕੀਤੇ ਜਾਣਗੇ ਕਿ ਲੋਕਾਂ ਨੂੰ ਅਜਿਹੇ ਦਿਨ ਮੁੜ ਨਹੀਂ ਦੇਖਣੇ ਪੈਣਗੇ। ਉਹਨਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਪੰਜਾਬ ਦੇ ਲੋਕਾਂ ਨੇ ਇਕ ਦੂਜੇ ਦੀ ਬਾਂਹ ਫੜਨ ਵਿਚ ਕੋਈ ਕਸਰ ਨਹੀਂ ਛੱਡੀ। ਜਿਥੋਂ ਤਕ ਹੋ ਸਕਦਾ ਹੈ ਲੋਕ ਦੂਰ ਦੁਰਾਡੇ ਜਾ ਕੇ ਇੱਕ ਦੂਜੇ ਦੀ ਮਦਦ ਕਰ ਰਹੇ ਹਨ। ਸ. ਖੁੱਡੀਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹਨਾਂ ਪਿੰਡਾਂ ਦੇ ਲੋਕ ਵੀ ਪ੍ਰਭਾਵਿਤ ਪਿੰਡਾਂ ਵਿਚ ਜ਼ਮੀਨਾਂ ਠੀਕ ਕਰਨ ਲਈ ਪੁੱਜ ਜਾਣਗੇ, ਜਿਹੜੇ ਪਿੰਡ ਹੜ੍ਹਾਂ ਦੀ ਮਾਰ ਤੋਂ ਬਚੇ ਹੋਏ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ, ਦੇਸ਼ ਦੀ ਅਜ਼ਾਦੀ ਤੇ ਦੇਸ਼ ਨੂੰ ਆਤਮ ਨਿਰਭਰ ਕਰਨ ਲਈ ਪੰਜਾਬੀਆਂ ਨੇ ਹਰ ਮੁਸ਼ਕਲ ਆਪਣੇ ਪਿੰਡੇ ਉੱਤੇ ਸਹੀ ਹੈ ਤੇ ਅੱਜ ਜਦੋਂ ਪੰਜਾਬ ਨੂੰ ਕੁਦਰਤ ਦੀ ਮਾਰ ਪਈ ਹੈ ਤਾਂ ਸਾਰੇ ਦੇਸ਼ ਨੂੰ ਪੰਜਾਬ ਨਾਲ ਖੜ੍ਹਨਾ ਚਾਹੀਦਾ ਹੈ। ਇਸ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕੈਬਨਿਟ ਮੰਤਰੀ ਨੂੰ ਅਪੀਲ ਕੀਤੀ ਕਿ ਉਹਨਾਂ ਦਾ ਹਲਕਾ ਬਹੁਤ ਔਖੇ ਸਮਿਆਂ ਵਿਚੋਂ ਲੰਘ ਕੇ ਖੜ੍ਹਾ ਹੋਇਆ ਸੀ ਪਰ ਹੁਣ ਫੇਰ ਇਸ ਹਲਕੇ ਨੂੰ ਕੁਦਰਤ ਦੀ ਬਹੁਤ ਵੱਡੀ ਮਾਰ ਪਈ ਹੈ। ਇਸ ਕਰ ਕੇ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ, ਜਿਸ ਸਬੰਧੀ ਕੈਬਨਿਟ ਮੰਤਰੀ ਨੇ ਹਰ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਐੱਸ ਡੀ ਐਮ ਡੇਰਾਬੱਸੀ ਸ਼੍ਰੀ ਹਿਮਾਂਸ਼ੂ ਗੁਪਤਾ, ਏ.ਐੱਸ.ਪੀ. ਦਰਪਣ ਆਹਲੂਵਾਲੀਆ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ
ਝੋਨੇ ਦੀ ਪਨੀਰੀ ਲੈਣ ਲਈ ਕਿਸਾਨ ਸਵੇਰੇ 8 ਵਜੇ ਤੋਂ ਰਾਤ 9:30 ਵਜੇ ਤੱਕ 77106-65725 ‘ਤੇ ਕਾਲ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਜੁਲਾਈ:ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਵਿੱਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ “77106-65725” ‘ਤੇ ਕਾਲ ਕਰਕੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਗਾ ਰਹੀ ਹੈ।ਖੇਤੀਬਾੜੀ ਮੰਤਰੀ ਭਲਕੇ (ਬੁੱਧਵਾਰ) ਸੰਗਰੂਰ ਜ਼ਿਲ੍ਹੇ ਵਿੱਚ 22 ਏਕੜ ਤੋਂ ਵੱਧ ਰਕਬੇ ਵਿੱਚ ਪਨੀਰੀ ਬੀਜਣ ਦੀ ਸ਼ੁਰੂਆਤ ਕਰਨਗੇ ਅਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ 3500 ਕੁਇੰਟਲ ਤੋਂ ਵੱਧ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਰਹੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਝੋਨੇ ਦੀ ਪਨੀਰੀ ਦੀ ਮੰਗ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫਸਲ ਵਾਲੇ ਖੇਤਰਾਂ ਵਿੱਚ ਝੋਨੇ ਦੀ ਮੁੜ ਲੁਆਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਖੇਤੀਬਾੜੀ ਮੰਤਰੀ ਨੇ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਵਾਲੇ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨ ਦੀ ਲੋੜ ਹੈ।
ਵਿਤ ਮੰਤਰੀ ਦਾ ਵੱਡਾ ਐਲਾਨ: ਪੰਜਾਬ ’ਚ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਤੋਂ ਵਧਕੇ 11 ਹਜਾਰ ਰੁਪਏ ਹੋਵੇਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਜੁਲਾਈ: ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਵਧੀ ਹੋਈ ਪੈਨਸ਼ਨ ਦਾ ਫੈਸਲਾ 1 ਅਗਸਤ 2023 ਤੋਂ ਲਾਗੂ ਹੋਵੇਗਾ। ਇਸ ਵੱਡੇ ਐਲਾਨ ਦਾ ਖ਼ੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਜਾਦੀ ਘੁਲਾਟੀਆਂ ਦੀ ਪੈਨਸ਼ਨ ਵਿੱਚ ਵਾਧਾ ਕਰਨ ਸਬੰਧੀ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਤੋਂ ਪ੍ਰਾਪਤ ਤਜ਼ਵੀਜ ਤੇ ਵਿਚਾਰ ਕਰਦਿਆਂ ਵਿੱਤ ਵਿਭਾਗ ਵੱਲੋਂ ਇਸ ਕਾਰਜ ਲਈ ਲੋੜੀਂਦੇ ਸਾਲਾਨਾ ਦੇ ਬਜ਼ਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 545 ਲਾਭਪਾਤਰੀਆਂ, ਜਿੰਨ੍ਹਾਂ ਵਿੱਚ ਖੁਦ ਆਜਾਦੀ ਘੁਲਾਟੀਏ, ਮ੍ਰਿਤਕ ਆਜਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਿਲ ਹਨ, ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ।ਵਿੱਤ ਮੰਤਰੀ ਨੇ ਦੱਸਿਆ ਕਿ ਸਬੰਧਤ ਪ੍ਰਬੰਧਕੀ ਵਿਭਾਗ ਦੀ ਤਜ਼ਵੀਜ ਅਨੁਸਾਰ ਵਿੱਤ ਵਿਭਾਗ ਵੱਲੋਂ ਮਾਰਚ 2020 ਵਿੱਚ ਲਏ ਫੈਸਲੇ ਤਹਿਤ 1 ਅਪ੍ਰੈਲ, 2021 ਤੋਂ ਸੁਤੰਤਰਤਾ ਸੈਨਿਕ ਸਨਮਾਨ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵਧੀ ਹੋਈ ਮਹਿੰਗਾਈ ਦੇ ਮੱਦੇਨਜ਼ਰ ਇਸ ਨੂੰ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲਿਆ ਗਿਆ ਹੈ।ਸ. ਚੀਮਾ ਨੇ ਕਿਹਾ ਕਿ ਸਾਨੂੰ ਆਪਣੇ ਉਨ੍ਹਾਂ ਯੋਧਿਆਂ ‘ਤੇ ਮਾਣ ਹੈ ਜਿੰਨ੍ਹਾਂ ਸਦਕਾ ਦੇਸ਼ ਦੀ ਆਜਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਵਿੱਚ ਪੰਜਾਬੀਆਂ ਦਾ ਨਾਮ ਪ੍ਰਮੁਖਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਉਤਾਰ ਸਕਦੇ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਮਾਨ-ਸਨਮਾਨ ਲਈ ਵਚਨਬੱਧ ਹੈ।
ਹੱਥਕੜੀ ਸਮੇਤ ਹਸਪਤਾਲ ‘ਚੋਂ ਫ਼ਰਾਰ ਹੋਏ ਗੈਂਗਸਟਰ ਦੇ ਮਾਮਲੇ ’ਚ ਪੰਜ ਪੁਲਿਸ ਵਾਲਿਆਂ ਵਿਰੁਧ ਪਰਚਾ ਦਰਜ਼
ਪੰਜਾਬੀ ਖ਼ਬਰਸਾਰ ਬਿਉਰੋ
ਫ਼ਰੀਦਕੋਟ, 18 ਜੁਲਾਈ: ਦੋ ਦਿਨ ਪਹਿਲਾਂ ਫ਼ਰੀਦਕੋਟ ਦੇ ਮੈਡੀਕਲ ਕਾਲਜ਼ ’ਚ ਇਲਾਜ ਅਧੀਨ ਗੈਂਗਸਟਰ ਸੁਰਿੰਦਰਪਾਲ ਸਿੰਘ ਬਿੱਲਾ ਦੇ ਫਰਾਰ ਹੋਣ ਦੇ ਮਾਮਲੇ ਵਿਚ ਹੁਣ ਫ਼ਰੀਦਕੋਟ ਸਿਟੀ ਪੁਲਿਸ ਨੇ ਪੰਜ ਪੁਲਿਸ ਮੁਲਾਜ਼ਮਾਂ ਵਿਰੁਧ ਪਰਚਾ ਦਰਜ਼ ਕੀਤਾ ਹੈ। ਇਸ ਮਾਮਲੇ ਵਿਚ ਫ਼ਰਾਰ ਹੋਇਆ ਗੈਂਗਸਟਰ ਬਿੱਲਾ ਵਿਰੁਧ ਵੀ ਪਰਚਾ ਦਰਜ਼ ਹੈ। ਜਿੰਨ੍ਹਾਂ ਪੁਲਿਸ ਮੁਲਾਜਮਾਂ ਵਿਰੁਧ ਪਰਚਾ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿਚ ਏਐੱਸਆਈ ਨਾਨਕ ਚੰਦ, ਸਿਪਾਹੀ ਗੁਰਤੇਜ ਸਿੰਘ, ਹੋਮਗਾਰਡ ਜਵਾਨ ਹਰਜਿੰਦਰ ਸਿੰਘ, ਹਰਪਾਲ ਸਿੰਘ ਤੇ ਰਜਿੰਦਰ ਕੁਮਾਰ ਸ਼ਾਮਲ ਹਨ। ਦਸਣਾ ਬਣਦਾ ਹੈ ਕਿ ਫ਼ਰਾਰ ਹੋਇਆ ਗੈਂਗਸਟਰ ਬੰਬੀਹਾ ਗੈਂਗ ਨਾਲ ਸਬੰਧਤ ਦਸਿਆ ਜਾ ਰਿਹਾ ਹੈ, ਜਿਸਦੇ ਵਿਰੁਧ ਜੈਤੋ ਇਲਾਕੇ ਵਿਚੋਂ ਫ਼ਿਰੌਤੀਆਂ ਆਦਿ ਮੰਗਣ ਦੇ ਦੋਸਾਂ ਸਬੰਧੀ ਕਾਰਵਾਈ ਚੱਲ ਰਹੀ ਹੈ। ਪਿਛਲੇ ਹਫ਼ਤੇ ਸੀਆਈਏ ਸਟਾਫ ਦੀ ਟੀਮ ਨੇ ਇਸ ਗੈਂਗਸਟਰ ਨੂੰ ਇੱਕ ਮੁਕਾਬਲੇ ਤੋਂ ਬਾਅਦ ਕਾਫ਼ੀ ਮੁਸ਼ੱਕਤ ਨਾਲ ਕਾਬੂ ਕੀਤਾ ਸੀ। ਇਸ ਮੁਕਾਬਲੇ ਵਿਚ ਗੈਂਗਸਟਰ ਬਿੱਲਾ ਦੇ ਗੋਲੀ ਲੱਗ ਗਈ ਸੀ। ਜਿਸਦੇ ਚੱਲਦੇ ਉਸਨੂੰ ਮੈਡੀਕਲ ਕਾਲਜ਼ ਅਤੇ ਹਸਪਤਾਲ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ। ਪ੍ਰੰਤੂ ਫ਼ਿਰ ਵੀ ਬਿੱਲਾ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਸਫ਼ਲ ਰਿਹਾ ਸੀ। ਵੱਡੀ ਗੱਲ ਇਹ ਵੀ ਹੈ ਕਿ ਬਿੱਲੇ ਦੇ ਇਲਾਜ ਦੌਰਾਨ ਦੇਸ ਦਾ ਨਾਮੀ ਗੈਂਗਸਟਰ ਲਾਰੈਂਸ ਬਿਸਨੋਈ ਵੀ ਫ਼ਰੀਦਕੋਟ ਮੈਡੀਕਲ ਕਾਲਜ ਵਿਚ ਦਾਖ਼ਲ ਸੀ, ਜਿਸਦੇ ਚੱਲਦੇ ਹਸਪਤਾਲ ਦੇ ਚੱਪੇ-ਚੱਪੇ ਉਪਰ ਪੁਲਿਸ ਤੈਨਾਤ ਸੀ। ਜਿਸ ਕਾਰਨ ਪੁਲਿਸ ਦੀ ਕਾਰਗੁਜ਼ਾਰੀ ਉਪਰ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ ਕਿ ਇੰਨ੍ਹੀਂ ਮੁਸਤੈਦੀ ਦੇ ਬਾਵਜੂਦ ਗੈਂਗਸਟਰ ਬਿੱਲਾ ਫ਼ਰਾਰ ਹੋਣ ਵਿਚ ਕਿਵੇਂ ਕਾਮਯਾਬ ਰਿਹਾ।
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਫਾਰਮ.ਡੀ ਸ਼ੁਰੂ ਕੀਤੀ
ਸੁਖਜਿੰਦਰ ਮਾਨ
ਬਠਿੰਡਾ, 18 ਜੁਲਾਈ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਟੈਕਨਾਲੋਜੀ ਵਿਭਾਗ ਨੇ ਏਮਜ਼ ਬਠਿੰਡਾ ਦੇ ਸਹਿਯੋਗ ਨਾਲ ਮੌਜੂਦਾ ਅਕਾਦਮਿਕ ਸੈਸ਼ਨ 2023-24 ਤੋਂ ਆਪਣੇ ਪ੍ਰਮੁੱਖ ਕੋਰਸਾਂ ਦੀ ਸੂਚੀ ਵਿੱਚ ਡਾਕਟਰ ਆਫ਼ ਫਾਰਮੇਸੀ (ਫਾਰਮ.ਡੀ) ਕੋਰਸ ਨੂੰ ਸ਼ਾਮਲ ਕੀਤਾ ਹੈ।6-ਸਾਲ ਦੇ ਇਸ ਪ੍ਰੋਗਰਾਮ ਨੂੰ ਫਾਰਮੇਸੀ ਕੌਂਸਲ ਆਫ਼ ਇੰਡੀਆ ਦੁਆਰਾ ਵਿਧੀਵਤ ਤੌਰ ’ਤੇ ਮਨਜ਼ੂਰੀ ਦਿੱਤੀ ਗਈ ਹੈ। ਵਿਭਾਗ ਨੇ ਯੂਨੀਵਰਸਿਟੀ ਕੈਂਪਸ ਵਿੱਚ ਫਾਰਮ.ਡੀ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਦੋਂ ਕਿ ਵਿਦਿਆਰਥੀ ਏਮਜ਼ ਵਿਖੇ ਕਲੀਨਿਕਲ ਸਿਖਲਾਈ ਅਤੇ ਤਜ਼ਰਬੇ ਹਾਸਿਲ ਕਰਨਗੇ। ਇਸ ਤਕਨੀਕੀ ਸਿੱਖਿਆ ਪ੍ਰੋਗਰਾਮ ਨੂੰ ਸ਼ੁਰੂ ਕਰਨ ਵਾਲੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਪੰਜਾਬ ਦੀ ਪਹਿਲੀ ਸਰਕਾਰੀ ਸੰਸਥਾ ਬਣ ਗਈ ਹੈ।ਇੱਥੇ ਇਹ ਦੱਸਣਾ ਮਹੱਤਵਪੂਰਨ ਹੈ ਕਿ ਐਮ.ਆਰ.ਐਸ.ਪੀ.ਟੀ.ਯੂ. ਦਾ ਫਾਰਮੇਸੀ ਵਿਭਾਗ ਨਵੀਨਤਮ ਐੱਨ.ਆਈ.ਆਰ.ਐੱਫ. ਰੈਂਕਿੰਗ ਦੇ ਅਨੁਸਾਰ ਭਾਰਤ ਦੀਆਂ ਚੋਟੀ ਦੀਆਂ 100 ਸੰਸਥਾਵਾਂ ਵਿੱਚ ਸ਼ਾਮਿਲ ਹੈ। ਐਮ.ਆਰ.ਐਸ.ਪੀ.ਟੀ.ਯੂ. ਦਾ ਫਾਰਮੇਸੀ ਵਿਭਾਗ ਯੂਨੀਵਰਸਿਟੀ ਦੇ ਪ੍ਰਮੁੱਖ ਵਿਭਾਗਾਂ ਵਿੱਚੋਂ ਇੱਕ ਹੈ ਅਤੇ ਇਸ ਨੇ ਹਮੇਸ਼ਾ ਅਧਿਆਪਨ ਅਤੇ ਖੋਜ ਦੇ ਨਵੇਂ ਪਹਿਲਕਦਮੀਆਂ ਅਤੇ ਨਵੀਨਤਾਕਾਰੀ ਢੰਗਾਂ ਨੂੰ ਅਪਣਾਇਆ ਹੈ।ਡਾਕਟਰ ਆਫ਼ ਫਾਰਮੇਸੀ (ਫਾਰਮ.ਡੀ.) ਇੱਕ 6 ਸਾਲਾਂ ਦਾ ਪ੍ਰੋਗਰਾਮ ਹੈ, ਉਮੀਦਵਾਰਾਂ ਕੋਲ ਪ੍ਰੋਗਰਾਮ ਦੌਰਾਨ ਪੰਜ ਸਾਲ ਦਾ ਅਕਾਦਮਿਕ ਅਧਿਐਨ ਅਤੇ ਇੱਕ ਸਾਲ ਦੀ ਇੰਟਰਨਸ਼ਿਪ ਹੋਵੇਗੀ। ਮੈਡੀਕਲ ਜਾਂ/ਅਤੇ ਨਾਨ-ਮੈਡੀਕਲ ਨਾਲ 10+2 ਪਾਸ ਕਰਨ ਵਾਲੇ ਉਮੀਦਵਾਰ ਇਸ ਕੋਰਸ ਲਈ ਯੋਗ ਹਨ। ਫਾਰਮ.ਡੀ. ਰੈਗੂਲੇਸ਼ਨ 2008 ਦੇ ਰੈਗੂਲੇਸ਼ਨ 18 ਦੇ ਤਹਿਤ ਫਾਰਮ ਡੀ. ਦੀ ਯੋਗਤਾ ਪ੍ਰਾਪਤ ਉਮੀਦਵਾਰ ਆਪਣੇ ਨਾਮ ਦੇ ਅੱਗੇ “ਡਾ.”ਲਗਾ ਸਕਦੇ ਹਨ।ਫਾਰਮ ਡੀ. ਨੂੰ ਪੂਰਾ ਕਰਨ ਤੋਂ ਬਾਅਦ ਉਮੀਦਵਾਰ ਹੈਲਥ ਕੇਅਰ ਟੀਮ (ਹਸਪਤਾਲ), ਫਾਰਮਾਸਿਊਟੀਕਲ ਉਦਯੋਗ, ਕਲੀਨਿਕਲ ਖੋਜ ਸੰਗਠਨ, ਬੀਮਾ ਕੰਪਨੀਆਂ ਜਾਂ ਖੋਜ ਅਤੇ ਵਿਕਾਸ ਵਿੱਚ ਮਹੱਤਵਪੂਰਨ ਰੋਜ਼ਗਾਰ ਹਾਸਿਲ ਕਰ ਸਕਦੇ ਹਨ।ਵਿਭਾਗ ਦੇ ਮੁਖੀ ਡਾ. ਅਮਿਤ ਭਾਟੀਆ ਨੇ ਕਿਹਾ ਕਿ ਇਹ ਵਿਭਾਗ ਲਈ ਇੱਕ ਮੀਲ ਪੱਥਰ ਹੈ ਅਤੇ ਇਹ ਫਾਰਮੇਸੀ ਦੇ ਕਲੀਨਿਕਲ ਪੱਖ ਵੱਲ ਵਿਦਿਆਰਥੀ ਦੀ ਦਿਲਚਸਪੀ ਨੂੰ ਵਧਾਏਗਾ ਜੋ ਕਿ ਭਾਰਤੀ ਸਿਹਤ ਸੰਭਾਲ ਪ੍ਰਣਾਲੀਆਂ ਲਈ ਖਾਸ ਤੌਰ ’ਤੇ ਕੋਵਿਡ ਤੋਂ ਬਾਅਦ ਦੇ ਯੁੱਗ ਵਿੱਚ ਮਹੱਤਵਪੂਰਨ ਹੈ।ਨਵੀਂ ਪਹਿਲਕਦਮੀ ਲਈ ਵਿਭਾਗ ਨੂੰ ਵਧਾਈ ਦਿੰਦਿਆਂ ਐੱਮ.ਆਰ.ਐੱਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਵਿਦਿਆਰਥੀਆਂ ਲਈ ਰਾਜ ਦੇ ਸਰਵੋਤਮ ਮੈਡੀਕਲ ਸੰਸਥਾਨਾਂ ਵਿੱਚੋਂ ਇੱਕ ਏਮਜ਼ ਵਿੱਚ ਸਿਖਲਾਈ ਲੈਣ ਦਾ ਸੁਨਹਿਰੀ ਮੌਕਾ ਹੋਵੇਗਾ ਅਤੇ ਭਵਿੱਖ ਵਿਚ ਇਸ ਤਰ੍ਹਾਂ ਦੇ ਹੋਰ ਸਹਿਯੋਗ ਵੀ ਕੀਤੇ ਜਾਣਗੇ।
