Home Blog Page 2096

ਪਾਵਰਕਾਮ ਅਤੇ ਟਰਾਂਸਕੋ ਦੇ ਆਊਟਸੋਰਸ਼ਡ ਮੁਲਾਜ਼ਮ 13 ਜੂਨ ਤੋਂ ਮੁੱਖ ਦਫ਼ਤਰ ਅੱਗੇ ਮੋਰਚਾ ਲਗਾਉਣ ਦਾ ਐਲਾਨ

ਪਾਵਰਕਾਮ ਅਤੇ ਟਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਪੱਕਾ ਕਰੇ ਸਰਕਾਰ:-ਕਮੇਟੀ ਆਗੂ
ਸੁਖਜਿੰਦਰ ਮਾਨ
ਬਠਿੰਡਾ, 30 ਮਈ : ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਐਂਡ ਟਰਾਂਸਕੋ ਕੰਟਰੈਕਚੂਅਲ ਵਰਕਰਜ਼ (ਪੰਜਾਬ) ਵਲੋਂ ਅਪਣੀਆਂ ਮੰਗਾਂ ਨੂੰ ਲੈ ਕੇ 13 ਜੂਨ ਤੋਂ ਮੁੱਖ ਦਫ਼ਤਰ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦਿੰਦਿਆਂ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਬਲਿਹਾਰ ਸਿੰਘ ਕਟਾਰੀਆ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਜਗਸੀਰ ਸਿੰਘ ਭੰਗੂ,ਰਾਜੇਸ਼ ਕੁਮਾਰ ਮੌੜ,ਖੁਸ਼ਦੀਪ ਸਿੰਘ ਬਠਿੰਡਾ,ਬਲਵਿੰਦਰ ਸਿੰਘ ਸੈਣੀ ਨੇ ਦਸਿਆ ਕਿ ਠੇਕਾ ਮੁਲਾਜ਼ਮ ਪਾਵਰਕਾਮ ਵਿੱਚ ਪੱਕਾ ਕਰਨ ਸਮੇਤ ਆਪਣੀਆਂ ਹੋਰ ਜਾਇਜ਼ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਟਰਾਂਸਕੋ ਦੀ ਮੈਨੇਜਮੈਂਟ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰ ਰਹੀ ਹੈ। ਜਦੋਂਕਿ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ ਅਤੇ ਪਾਵਰਕਾਮ ਦੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਪੱਕੀ ਭਰਤੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਕਮੇਟੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਟਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਪਾਵਰਕਾਮ ਅਤੇ ਟਰਾਂਸਕੋ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ’ਤੇ ਵਿਭਾਗ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ।

ਭਾਜਪਾ ਵਲੋਂ ਮੋਦੀ ਸਰਕਾਰ ਦੀਆਂ 9 ਸਾਲ ਦੀਆਂ ਪ੍ਰਾਪਤੀਆਂ ਸਬੰਧੀ ਮਹਾਂਸੰਪਰਕ ਮੁਹਿੰਮ ਜਾਰੀ

0

ਸੁਖਜਿੰਦਰ ਮਾਨ
ਬਠਿੰਡਾ,30 ਮਈ: ਭਾਜਪਾ ਦੇ ਮੰਡਲ ਪ੍ਰਧਾਨ ਜਗਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪਿੰਡ ਵਿਰਕ ਖੁਰਦ ਵਿਖੇ ਮੰਡਲ ਕਾਰਜਕਾਰਨੀ ਕੀਤੀ ਗਈ, ਜਿਸ ਵਿਚ ਉਪ ਪ੍ਰਧਾਨ ਵਰਿੰਦਰ ਸ਼ਰਮਾ, ਜਨਰਲ ਸਕੱਤਰ ਉਮੇਸ਼ ਸ਼ਰਮਾ ਅਤੇ ਮਾਲਵਾ ਜੋਨ ਦੇ ਆਈ ਟੀ ਇੰਚਾਰਜ ਰਵੀ ਮੌਰਿਆ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਮੇਸ਼ ਸ਼ਰਮਾ ਨੇ ਸੰਗਠਨ ਦਾ ਵਿਸ਼ਾ ਲੈਦੇ ਹੋਏ ਆਗਾਮੀ ਪ੍ਰੋਗਰਾਮਾਂ ਦੀ ਜਾਣਕਾਰੀ ਦਿਤੀ ਅਤੇ ਮੋਦੀ ਸਰਕਾਰ ਦੀਆਂ 9 ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ‘ਤੇ ਪਾਰਟੀ ਵਲੋ ਰਾਜਨੀਤਿਕ ਪ੍ਰਸਤਾਵ ਵਰਿੰਦਰ ਸ਼ਰਮਾ ਵਲੋਂ ਪੜਿਆ ਗਿਆ ਅਤੇ ਮੌਜੂਦ ਲੋਕਾਂ ਵਲੋਂ ਹੱਥ ਖੜੇ ਕਰਕੇ ਪ੍ਰਸਤਾਵ ਦੀ ਤਾਇਦ ਕੀਤੀ ਗਈ ਪ੍ਰੋਗਰਾਮ ਦਾ ਸਮਾਪਨ ਰਾਸ਼ਟਰੀ ਗੀਤ ਜਨ ਗਨ ਮਨ ਨਾਲ ਹੋਇਆ। ਇਸ ਮੌਕੇ ਯੂਥ ਮੋਰਚਾ ਦੇ ਸਕੱਤਰ ਜਸਪ੍ਰੀਤ ਸਿੰਘ ਦਿੳਣ, ਜਗਦੀਪ ਸਿੰਘ, ਗੁਰਦੀਪ ਸਿੰਘ ਕਾਕੂ, ਦਾਮਨੀ ਸ਼ਰਮਾ, ਹਰਨਿੰਦਰ ਸਿੰਘ, ਸੂਬੇਦਾਰ ਗੁਰਮੇਲ ਸਿੰਘ ਵਿਰਕ, ਬਲਤੇਜ ਸਿੰਘ ਨੰਬਰਦਾਰ, ਮਾਸਟਰ ਕੌਰ ਸਿੰਘ, ਗੁਰਭਜਨ ਸਿੰਘ, ਦਰਸ਼ਨ ਕੁਮਾਰ ਸ਼ਰਮਾ, ਅਮਨਦੀਪ ਸ਼ਰਮਾ, ਜਗਪਾਲ ਸ਼ਰਮਾ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਭਾਜਪਾ ਕਾਰਜਕਰਤਾ ਮੌਜੂਦ ਸਨ। ਇਸੇ ਤਰ੍ਹਾਂ ਉੱਤਰੀ ਮੰਡਲ ਭਾਜਪਾ ਵੱਲੋਂ ਮਹਾਂਸੰਪਰਕ ਅਭਿਆਨ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਉਕਤ ਮੁਹਿੰਮ ਤਹਿਤ ਉੱਤਰੀ ਮੰਡਲ ਦੀ ਕਾਰਜਕਾਰਨੀ ਦੀ ਮੀਟਿੰਗ ਉੱਤਰੀ ਮੰਡਲ ਦੇ ਪ੍ਰਧਾਨ ਸੋਹੇਲ ਗੁੰਬਰ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸਰੂਪ ਚੰਦ ਸਿੰਗਲਾ ਤੋਂ ਇਲਾਵਾ ਜ਼ਿਲ੍ਹਾ ਕਨਵੀਨਰ ਨੀਰਜ ਜੌੜਾ, ਸੂਬਾ ਬੁਲਾਰੇ ਅਸ਼ੋਕ ਭਾਰਤੀ, ਮੰਡਲ ਦੇ ਪਾਲਕ ਅਤੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਮੈਡਮ ਗੁਰਵਿੰਦਰ ਪਾਲ ਕੌਰ ਮਾਂਗਟ, ਮੰਡਲ ਇੰਚਾਰਜ ਨਰਾਇਣ ਬਾਂਸਲ ਅਤੇ ਮੁਹਿੰਮ ਦੇ ਕੋ-ਕਨਵੀਨਰ ਨਰੇਸ਼ ਮਹਿਤਾ ਹਾਜ਼ਰ ਸਨ। ਮੀਟਿੰਗ ਵਿੱਚ ਮਹਿਲਾ ਮੋਰਚਾ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਵੀਨਾ ਗਰਗ, ਇੰਚਾਰਜ ਸੋਨੀਆ ਓਬਰਾਏ, ਵੀਨੂੰ ਗੋਇਲ, ਮਹਿੰਦਰ ਕੌਰ, ਬਿੰਦੂ, ਮੰਡਲ ਪ੍ਰਧਾਨ ਮੰਜੂ ਰਾਣੀ, ਮੈਡੀਕਲ ਵਿੰਗ ਦੇ ਕਨਵੀਨਰ ਜਸਪਾਲ ਜੌੜਾ, ਰਾਕੇਸ਼ ਗੁਪਤਾ, ਐਡਵੋਕੇਟ ਰੋਹਿਤ ਭਾਰਦਵਾਜ, ਮੰਡਲ ਦੇ ਜਨਰਲ ਸਕੱਤਰ ਦਿਨੇਸ਼ ਸਿੰਗਲਾ, ਰਣਜੀਤ ਸਿੰਘ, ਮੰਡਲ ਮੀਤ ਪ੍ਰਧਾਨ ਅਸ਼ਵਨੀ ਗਰਗ, ਜਗਦੀਸ਼ ਰਾਏ, ਅਰੁਣ ਕੁਮਾਰ, ਵਿਜੇ ਕੁਮਾਰ, ਸਕੱਤਰ ਦੇਵਰਾਜ ਜਿੰਦਲ, ਅਸ਼ੋਕ ਕਾਂਸਲ, ਨੀਰਜ ਗੋਇਲ, ਆਈ.ਟੀ ਵਿੰਗ ਇੰਚਾਰਜ ਕਪਿਲ ਸਿੰਗਲਾ, ਨੀਰਜ ਜਿੰਦਲ ਗੁੱਡੂ, ਜੇ.ਐਸ.ਮਾਂਗਟ, ਪਵਨ ਜਿੰਦਲ, ਪ੍ਰੇਮ ਕਾਂਸਲ, ਕਮਲ ਕਾਂਤ ਰੰਗਾ, ਐਮ.ਕੇ ਮੰਨਾ ਸਮੇਤ ਸਮੂਹ ਸ਼ਕਤੀ ਕੇਂਦਰਾਂ ਦੇ ਇੰਚਾਰਜ ਅਤੇ ਬੂਥ ਪ੍ਰਧਾਨ ਹਾਜ਼ਰ ਸਨ।

ਬਾਬਾ ਫ਼ਰੀਦ ਕਾਲਜ ਵਲੋਂ ’ਵਿੱਤੀ ਪ੍ਰਬੰਧਨ’ ਬਾਰੇ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 30 ਮਈ : ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ’ਵਿੱਤੀ ਪ੍ਰਬੰਧਨ’ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ। ਜਿਸ ਵਿੱਚ ਇੱਕ ਅਨੁਭਵੀ ਵਿੱਤ ਪੇਸ਼ੇਵਰ ਕੇਸ਼ਵ ਬਾਂਸਲ ਨੇ ਮੁੱਖ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿੱਤੀ ਪ੍ਰਬੰਧਨ ਦੇ ਸਿਧਾਂਤਾਂ ਅਤੇ ਅਸਲ ਕਾਰੋਬਾਰੀ ਦ੍ਰਿਸ਼ਾਂ ਵਿੱਚ ਉਨ੍ਹਾਂ ਦੀਆਂ ਐਪਲੀਕੇਸ਼ਨਾਂ ਦੇ ਵਿਹਾਰਕ ਗਿਆਨ ਨਾਲ ਲੈਸ ਕਰਨਾ ਸੀ। ਕੇਸ਼ਵ ਬਾਂਸਲ ਨੇ ਵਰਕਸ਼ਾਪ ਦੀ ਸ਼ੁਰੂਆਤ ਵਿੱਤੀ ਸਟੇਟਮੈਂਟਾਂ ਦੇ ਵਿਸ਼ਲੇਸ਼ਣ ਦੀ ਇੱਕ ਡੂੰਘਾਈ ਨਾਲ ਸੰਖੇਪ ਜਾਣਕਾਰੀ ਪ੍ਰਦਾਨ ਕੀਤੀ।ਉਨ੍ਹਾਂ ਨੇ ਦੱਸਿਆ ਕਿ ਕਿਵੇਂ ਵਿੱਤੀ ਸਟੇਟਮੈਂਟ ਵਿਸ਼ਲੇਸ਼ਣ ਇੱਕ ਮਹੱਤਵਪੂਰਨ ਸਾਧਨ ਹੈ ਜੋ ਵਿੱਤੀ ਪ੍ਰਬੰਧਕਾਂ ਅਤੇ ਨਿਵੇਸ਼ਕਾਂ ਦੁਆਰਾ ਇੱਕ ਕੰਪਨੀ ਦੀ ਵਿੱਤੀ ਸਥਿਤੀ ਅਤੇ ਸੰਭਾਵੀ ਜੋਖ਼ਮਾਂ ਬਾਰੇ ਸੂਚਿਤ ਫ਼ੈਸਲੇ ਲੈਣ ਲਈ ਵਰਤਿਆ ਜਾਂਦਾ ਹੈ। ਵਰਕਸ਼ਾਪ ਨੇ ਭਾਗੀਦਾਰਾਂ ਨੂੰ ਸੂਚਿਤ ਵਿੱਤੀ ਫ਼ੈਸਲੇ ਲੈਣ, ਸਰੋਤਾਂ ਨੂੰ ਅਨੁਕੂਲ ਬਣਾਉਣ ਅਤੇ ਆਪਣੇ ਭਵਿੱਖ ਦੇ ਵਪਾਰਕ ਯਤਨਾਂ ਵਿੱਚ ਮੁਨਾਫ਼ਾ ਵਧਾਉਣ ਲਈ ਕੀਮਤੀ ਸੂਝ ਪ੍ਰਦਾਨ ਕੀਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਿਜ਼ਨਸ ਸਟੱਡੀਜ਼ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲੱਖੇਵਾਲੀ ’ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

0

ਕਿਹਾ, ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਜਾਣਗੀਆਂ ਪਹੁੰਚਾਈਆਂ
ਪੰਜਾਬੀ ਖ਼ਬਰਸਾਰ ਬਿਉਰੋ
ਸ਼੍ਰੀ ਮੁਕਤਸਰ ਸਾਹਿਬ, 29 ਮਈ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਮਜਦੂਰਾਂ ਦੀਆ ਸਮਸਿਆਵਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ । ਉਹਨਾਂ ਮਨਰੇਗਾ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ, ਮਨਰੇਗਾ ਮਜਦੂਰਾਂ ਦੇ ਕੰਮ ਦੇ ਦਿਨ ਵਧਾਉਣ ਤੋਂ ਇਲਾਵਾ ਉਹਨਾਂ ਦੀਆਂ ਦਿਹਾੜੀਆਂ ਦੇ ਰੇਟ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇਗੀ ।ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਤੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫਾਇਦਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਮਨਰੇਗਾ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹ ਆਪਣੇ ਤਰਫੋਂ ਵਿਸ਼ੇਸ਼ ਧਿਆਨ ਦੇ ਕੇ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰਨਗੇ।

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀਆਂ ਲਈ 13 ਕਰੋੜ ਰੁਪਏ ਦਾ ਫੰਡ ਅਲਾਟ: ਚੀਮਾ

0

ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨਾਲ ਕੀਤੀ ਸਮੀਖਿਆ ਮੀਟਿੰਗ
ਚੇਅਰਪਰਸਨਾਂ ਨੂੰ ਆਪਣੇ ਜ਼ਿਲ੍ਹਿਆਂ ਦੇ ਵਿਕਾਸ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਮਈ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ਿਲ੍ਹਾ ਯੋਜਨਾ ਕਮੇਟੀਆਂ (ਡੀ.ਪੀ.ਸੀ.) ਦੇ ਚੇਅਰਪਰਸਨਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2023-24 ਲਈ ਜ਼ਿਲ੍ਹਾ ਵਿਸ਼ੇਸ਼ ਸਕੀਮਾਂ ਦੇ ਤਹਿਤ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਅਨਟਾਈਡ ਫੰਡਾਂ ਵਜੋਂ 13 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜਦੋਂ ਕਿ ਵਿੱਤੀ ਸਾਲ 2021-22 ਵਿੱਚ ਇਹ ਬਜਟ ਸਿਰਫ 6 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਇਸ ਬਜਟ ਵਿੱਚ ਲੋੜੀਂਦੀ ਤਬਦੀਲੀ ਕੀਤੀ ਜਾਵੇਗੀ। ਇੱਥੇ ਪੰਜਾਬ ਭਵਨ ਵਿਖੇ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਦੀ ਕਾਰਜਕਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਅਰਪਰਸਨਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਤੇਜ਼ੀ ਨਾਲ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਨੇ ਚੇਅਰਪਰਸਨਾਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਡੂੰਘਾਈ ਨਾਲ ਅਧਿਐਨ ਕਰਨ ਤਾਂ ਜੋ ਜਨਤਾ ਦੇ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਉਹ ਵਿਕਾਸ ਯੋਜਨਾਵਾਂ ਦਾ ਖਰੜਾ ਤਿਆਰ ਕਰ ਸਕਣ।ਚੇਅਰਪਰਸਨਾਂ ਨੂੰ ਕੈਬਨਿਟ ਮੰਤਰੀਆਂ, ਪਾਰਲੀਮੈਂਟ ਮੈਂਬਰਾਂ ਅਤੇ ਵਿਧਾਇਕਾਂ ਨਾਲ ਤਾਲਮੇਲ ਨੂੰ ਹੋਰ ਵਧੀਆ ਬਨਾਉਣ ਲਈ ਪ੍ਰੇਰਿਤ ਕਰਦਿਆਂ, ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਲ੍ਹਾ ਯੋਜਨਾ ਕਮੇਟੀਆਂ ਇੰਨ੍ਹਾਂ ਸ਼ਖਸੀਅਤਾਂ ਦੇ ਅਖਤਿਆਰੀ ਫੰਡਾਂ ਅਤੇ ਇੰਨ੍ਹਾਂ ਨਾਲ ਸਬੰਧਤ ਵਿਭਾਗਾਂ ਦੇ ਫੰਡਾਂ ਨੂੰ ਬੇਹਤਰੀਨ ਢੰਗ ਨਾਲ ਵਰਤਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਸ. ਚੀਮਾ ਨੇ ਉਨ੍ਹਾਂ ਨੂੰ ਆਪਣੇ ਜ਼ਿਲ੍ਹਿਆਂ ਲਈ ਵਿਕਾਸ ਪ੍ਰਸਤਾਵਾਂ ਦਾ ਖਰੜਾ ਤਿਆਰ ਕਰਨ ਅਤੇ ਇਹ ਪ੍ਰਸਤਾਵ ਆਪਣੇ ਡਿਪਟੀ ਕਮਿਸ਼ਨਰਾਂ ਰਾਹੀਂ ਯੋਜਨਾ ਵਿਭਾਗ ਨੂੰ ਭੇਜਣ ਲਈ ਕਿਹਾ ਤਾਂ ਜੋ ਉਸ ਅਨੁਸਾਰ ਰਣਨੀਤੀ ਤਿਆਰ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਜਾਇੰਟ ਸਕੱਤਰ ਯੋਜਨਾ ਸ੍ਰੀ ਰਾਕੇਸ਼ ਕੁਮਾਰ ਨੂੰ ਵੀ ਜਿਲ੍ਹਾ ਯੋਜਨਾ ਕਮੇਟੀਆਂ ਦੀ ਵਧੀਆ ਕਾਰਗੁਜਾਰੀ ਲਈ ਇੰਨ੍ਹਾਂ ਦੇ ਚੇਅਰਮੈਨਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੀ ਹਦਾਇਤ ਦਿੱਤੀ।ਇਸ ਦੌਰਾਨ ਜਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨੇ ਉਨ੍ਹਾਂ ਨੂੰ ਦਰਪੇਸ਼ ਕੁਝ ਸਮੱਸਿਆਵਾਂ ਵੀ ਸਾਂਝੀਆਂ ਕੀਤੀਆਂ। ਵਿੱਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸਾਰੇ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ ਅਤੇ ਇਨਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲਾ ਪੰਜਾਬ ਬਣਾਉਣ ਦੇ ਮਿਸ਼ਨ ’ਤੇ ਚੱਲ ਰਹੀ ਹੈ ਅਤੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਜਿਲ੍ਹਾ ਯੋਜਨਾ ਕਮੇਟੀਆਂ ਆਪਣਾ ਬਣਦਾ ਯੋਗਦਾਨ ਪਾਉਣ।

ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ

0

ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿੱਚ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲੈਣ।ਸੂਬੇ ਵਿੱਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡਰੇਨਾਂ ਦੀ ਕੁੱਲ ਲੰਬਾਈ 8136.76 ਕਿਲੋਮੀਟਰ ਅਤੇ ਧੁੱਸੀ ਬੰਨ੍ਹਾਂ ਦੀ ਲੰਬਾਈ 1365 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਡਰੇਨਾਂ ਦੀ ਸਫ਼ਾਈ ਦੇ 232 ਕੰਮਾਂ ’ਤੇ 34.85 ਕਰੋੜ ਰੁਪਏ ਅਤੇ 100 ਹੜ੍ਹ ਰੋਕੂ ਕੰਮਾਂ ’ਤੇ 48.32 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ ਹੜ੍ਹ ਰੋਕੂ ਕੰਮਾਂ ’ਤੇ ਹੁਣ ਤੱਕ 39.90 ਕਰੋੜ ਰੁਪਏ ਅਤੇ ਡਰੇਨਾਂ ਦੀ ਸਫਾਈ ’ਤੇ 39.43 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੰਮ ਚੱਲ ਰਿਹਾ ਹੈ ਅਤੇ ਪੁਲਾਂ ਦੇ ਹੇਠਾਂ ਜਲ ਸਰੋਤਾਂ ਦੀ ਸਫ਼ਾਈ ਅਤੇ ਜਲ ਸਰੋਤਾਂ ਵਿੱਚੋਂ ਗਾਰ ਕੱਢਣ ਦੇ ਨਾਲ-ਨਾਲ ਬਾਰਸ਼ਾਂ ਕਾਰਨ ਅਕਸਰ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਮਜ਼ਬੂਤ ??ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਹੜ੍ਹਾਂ ਕਾਰਨ ਮਨੁੱਖੀ ਜਾਨਾਂ, ਪਸ਼ੂ ਧਨ, ਜਾਇਦਾਦ ਅਤੇ ਖੜ੍ਹੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ ’ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਦੀ ਸੰਭਾਵਨਾ ਨੂੰ ਖ਼ਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣ।ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਚੈੱਕ ਡੈਮਾਂ ਦੀ ਉਸਾਰੀ, ਰੁੱਖ ਲਗਾਉਣ, ਖਾਸ ਕਰਕੇ ਬਾਂਸ ਅਤੇ ਹੋਰ ਬੂਟੇ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਚੈੱਕ ਡੈਮਾਂ ਦੀ ਉਸਾਰੀ ਲਈ 485 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ 151 ਅਜਿਹੇ ਚੈੱਕ ਡੈਮ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਡੈਮਾਂ ਦੀ ਉਸਾਰੀ ਲਈ ਹੋਰ ਥਾਵਾਂ ਦੀ ਸ਼ਨਾਖਤ ਵੀ ਕੀਤੀ ਜਾ ਰਹੀ ਹੈ ਅਤੇ 66.73 ਕਿਲੋਮੀਟਰ ਥਾਂ ਉਤੇ ਬਾਂਸ ਦੇ ਬੂਟੇ ਵੀ ਲਾਏ ਜਾ ਚੁੱਕੇ ਹਨ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੱਖਣ-ਪੱਛਮੀ ਪੰਜਾਬ ਵਿੱਚ ਹੜ੍ਹਾਂ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਕੁਝ ਡਰੇਨਾਂ ਦੇ ਰਾਹ ਨੂੰ ਦਰੁਸਤ ਕਰਨ, ਨੀਵੇਂ ਇਲਾਕਿਆਂ ਨੂੰ ਨਹਿਰਾਂ ਨਾਲ ਜੋੜਨ ਲਈ ਪਾਈਪਾਂ ਵਿਛਾਉਣ ਅਤੇ ਪੁਲਾਂ ਨੂੰ ਦੁਬਾਰਾ ਬਣਾਉਣ ਵਰਗੇ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾ ਕੇ ਕੰਮ ਨੂੰ ਉੱਚ ਗੁਣਵੱਤਾ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਦਾ ਅਹਿਮ ਐਲਾਨ: ਰਜਿਸਟਰੀਆਂ ਦੀ ਭਾਸ਼ਾ ਸਰਲ ਪੰਜਾਬੀ ਹੋਵੇਗੀ, ਬਦਲੇੇ ਜਾਣਗੇ ਔਖੇ ਸਬਦ

0

ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਹਿਸੀਲ ਪੱਧਰ ’ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਬਿਨਾਂ ਕਿਸੇ ਦਿੱਕਤ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਢੰਗ ਨਾਲ ਕਰਵਾ ਸਕਣ। ਪੰਜਾਬ ਲੈਂਡ ਰਿਕਾਰਡ ਸੋਸਾਇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿੱਚ ਉਪਲਬਧ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਨੂੰ ਪੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਸਬੰਧਤ ਸਾਰੇ ਰਿਕਾਰਡ ਨੂੰ ਆਨਲਾਈਨ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ ਅਤੇ ਉਹ ਇੱਕ ਕਲਿੱਕ ’ਤੇ ਜ਼ਮੀਨੀ ਰਿਕਾਰਡ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਸੂਬੇ ਦੇ ਹਰ ਤਰ੍ਹਾਂ ਦੇ ਰਿਕਾਰਡ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਰਿਕਾਰਡ ਰੂਮਾਂ ਦੀ ਢੁੱਕਵੇਂ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਰਜਿਸਟਰੇਸ਼ਨ ਸਬੰਧੀ ਅਤੇ ਦਫ਼ਤਰੀ ਕੰਮਕਾਜ ਨੂੰ ਆਨਲਾਈਨ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਸੂਬੇ ਵਿੱਚ ਮਾਲ ਵਿਭਾਗ ਦੇ ਕੰਪਿਊਟਰੀਕਰਨ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਜਲਦੀ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਤਹਿਸੀਲ ਕੰਪਲੈਕਸਾਂ, ਸਬ ਤਹਿਸੀਲ ਕੰਪਲੈਕਸਾਂ ਦੀ ਉਸਾਰੀ ਅਤੇ ਕਾਇਆ-ਕਲਪ ਲਈ ਸਿਵਲ ਕਾਰਜਾਂ ਅਤੇ ਫਰਨੀਚਰ ਦੇ ਕੰਮ ਅਤੇ ਸਬ ਰਜਿਸਟਰਾਰ ਦਫ਼ਤਰਾਂ, ਪਟਵਾਰ ਵਰਕ ਸਟੇਸ਼ਨਾਂ ਅਤੇ ਫਰਦ ਕੇਂਦਰਾਂ ਦੇ ਆਧੁਨਿਕੀਕਰਨ ਦੇ ਕੰਮ ਨੂੰ ਵੀ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਵਿਭਾਗ ਨਾਲ ਸਬੰਧਤ ਨਾਗਰਿਕ ਸੇਵਾਵਾਂ ਲਈ ਫਰਦ ਕੇਂਦਰਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ

0

ਜੌੜਾਮਾਜਰਾ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਜਨਤਕ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਲਈ ਸਮੇਂ ਦੇ ਪਾਬੰਦ ਰਹਿਣ ਦੀ ਹਦਾਇਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਮਈ: ਪੰਜਾਬ ਦੇ ਬਾਗਬਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਵੇਰੇ 7:30 ਵਜੇ ਡਾਇਰੈਕਟਰ ਬਾਗਬਾਨੀ, ਪੰਜਾਬ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਅਚਨਚੇਤ ਚੈਕਿੰਗ ਦੌਰਾਨ 06 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਕੈਬਨਿਟ ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਫ਼ਤਰ ਵਿੱਚ ਸਮੇਂ ਦੇ ਪਾਬੰਦ ਰਹਿਣ ਲਈ ਕਿਹਾ।ਭਗਵੰਤ ਮਾਨ ਸਰਕਾਰ ਵੱਲੋਂ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਸਾਡੇ ਦੂਰਅੰਦੇਸ਼ੀ ਮੁੱਖ ਮੰਤਰੀ ਦਾ ਉਦੇਸ਼ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਇਸ ਨਾਲ ਆਮ ਲੋਕ ਦਿਨ ਦੇ ਸ਼ੁਰੂਆਤੀ ਘੰਟਿਆਂ ਦੌਰਾਨ ਲੋੜੀਂਦੀਆਂ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਦੇ ਯੋਗ ਹੋਣਗੇ। ਦਿਨ ਦੇ ਸ਼ੁਰੂਆਤੀ ਘੰਟਿਆਂ ਦੌਰਾਨ ਹੀ ਲੋੜੀਂਦੀਆਂ ਸੇਵਾਵਾਂ ਪ੍ਰਾਪਤ ਕਰਨ ਉਪਰੰਤ ਲੋਕ ਆਪਣੀਆਂ ਹੋਰ ਪਰਿਵਾਰਕ ਜ਼ਿੰਮੇਵਾਰੀਆਂ ਵੱਲ ਧਿਆਨ ਦੇ ਸਕਦੇ ਹਨ। ਇਸ ਤਰ੍ਹਾਂ ਉਨ੍ਹਾਂ ਨੂੰ ਸ਼ਾਮ 5 ਵਜੇ ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਵੀ ਆਪਣੀ ਆਦਤ ਬਦਲਣ ਦੀ ਜ਼ਰੂਰਤ ਹੈ। ਹਰ ਸਰਕਾਰੀ ਕਰਮਚਾਰੀ ਸਵੇਰੇ 7:30 ਵਜੇ ਦੇ ਨਿਰਧਾਰਤ ਸਮੇਂ ’ਤੇ ਦਫ਼ਤਰ ਵਿੱਚ ਹਾਜ਼ਰ ਹੋਣਾ ਚਾਹੀਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਗਵੰਤ ਮਾਨ ਦੇ ਰੰਗਲਾ ਪੰਜਾਬ ਦੀ ਸਿਰਜਣਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਇਸ ਤਬਦੀਲੀ ਦੇ ਪ੍ਰੇਰਕ ਬਣਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਭਵਿੱਖ ਵਿੱਚ ਜੇਕਰ ਕੋਈ ਕਰਮਚਾਰੀ ਦੇਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਬਾਗਬਾਨੀ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਵੀ ਲਿਆ। ਜੌੜਾਮਾਜਰਾ ਨੇ ਡਾਇਰੈਕਟਰ ਬਾਗਬਾਨੀ ਨੂੰ ਹਦਾਇਤ ਕੀਤੀ ਕਿ ਵਿਭਾਗੀ ਸਕੀਮਾਂ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਕਿਸਾਨ ਵਿਭਾਗੀ ਸਕੀਮਾਂ ਦਾ ਲਾਭ ਲੈ ਸਕਣ।

ਐਸ.ਐਸ. ਡੀ. ਗਰਲਜ਼ ਕਾਲਜੀਏਟ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

0

ਸੁਖਜਿੰਦਰ ਮਾਨ
ਬਠਿੰਡਾ, 29 ਮਈ :ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਐਸ.ਐਸ. ਡੀ. ਗਰਲਜ਼ ਕਾਲਜੀਏਟ ਦੇ 12ਵੀਂ ਜਮਾਤ ਦੇ ਆਰਟਸ ਤੇ ਕਾਮਰਸ ਸਟਰੀਮ ਦੇ ਵਿਦਿਆਰਥੀਣਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ । ਇਸ ਨਤੀਜੇ ਵਿਚ ਆਰਟਸ ਸਟਰੀਮ ਦੀ ਮੈਰੀਲਿਨ ਨੇ 92.06% ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਅਨਾਇਤਾ ਨੇ 92 % ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਮਾਇਰਾ ਅਰੋੜਾ ਨੇ 89.8% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ । ਕਾਮਰਸ ਸਟਰੀਮ ਦੀ ਸੋਹਿਰਾਬ ਸਿੱਧੂ ਨੇ 90% ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਜਗਮੀਤ ਕੌਰ ਨੇ 89.8 % ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਰਮਨਪ੍ਰੀਤ ਕੌਰ ਨੇ 87% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ । ਇਸ ਉਪਲਬਧੀ ’ਤੇ ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਜਨਰਲ ਸਕੱਤਰ ਸਤੀਸ਼ ਅਰੋੜਾ, ਸਕੱਤਰ ਬੀ.ਐੱਡ ਦੁਰਗੇਸ਼ ਜਿੰਦਲ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਸਮੂਹ ਸਟਾਫ ਅਤੇ ਸਮੁੱਚੇ ਵਿਦਿਆਰਥੀਆਂ ਨੂੰ ਇਸ ਉਪਲੱਬਧੀ ਤੇ ਵਧਾਈ ਦਿੱਤੀ ।

ਜਾਅਲੀ ਸਰਟੀਫਿਕੇਟ ਦੇ ਆਧਾਰ ’ਤੇ ਨੌਕਰੀਆਂ ਹਾਸਲ ਕਰਨ ਵਾਲਿਆਂ ਵਿਰੁਧ ਖੋਲਿਆ ਮੋਰਚਾ

0

ਸੁਖਜਿੰਦਰ ਮਾਨ
ਬਠਿੰਡਾ, 29 ਮਈ : ਲੰਮੇ ਸਮੇਂ ਤੋਂ ਰਿਜ਼ਰਵੇਸ਼ਨ ਚੋਰਾਂ ਦੇ ਖਿਲਾਫ ਕਾਰਵਾਈ ਕਰਾਉਣ ਲਈ ਚੰਡੀਗੜ੍ਹ ਪੱਕਾ ਮੋਰਚਾ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਸ ਦੀ ਹਮਾਇਤ ਵਿੱਚ ਅੱਜ ਹਰ ਜ਼ਿਲ੍ਹੇ ਵਿੱਚ ਰੋਸ਼ ਧਰਨੇ ’ਤੇ ਭੁੱਖ ਹੜਤਾਲ ਕੀਤੀ ਗਈ। ਬਠਿੰਡਾ ਵਿਚ ਵੀ ਇਸ ਮੁੱਦੇ ਨੂੰ ਲੈ ਕੇ ਦਲਿਤ ਨੇਤਾ ਕਿਰਨਜੀਤ ਸਿੰਘ ਗਹਿਰੀ ਦੀ ਅਗਵਾਈ ਹੇਠ ਡਾਕਟਰ ਅੰਬੇਦਕਰ ਪਾਰਕ ਵਿੱਚ ਰੋਸ਼ ਪ੍ਰਦਰਸਨ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 3500 ਜਾਲੀ ਐਸ ਸੀ ਸਰਟੀਫਿਕੇਟ ਧਾਰਕਾਂ ਖਿਲਾਫ ਐਸ ਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਵਲੋਂ ਵਸੂਲੀਆਂ ਤਨਖਾਹਾਂ ਜਾ ਹੋਰ ਸਹੂਲਤਾਂ ਦਾ ਪੈਸਾ ਵਸੂਲ ਕਰਕੇ ਐਸ ਸੀ ਸਮਾਜ ਲਈ ਵਰਤੀਆਂ ਜਾਣ। ਗਹਿਰੀ ਨੇ ਕਿਹਾ ਕਿ ਐਸ ਸੀ ਆਬਾਦੀ 40 ਫੀਸਦੀ ਹੋ ਚੁੱਕੀ ਹੈ, ਜਿਸਦੇ ਚੱਲਦੇ ਵੀ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਾਬਾ ਸਾਹਿਬ ਡਾ ਅੰਬੇਦਕਰ ਦੀ ਤਸਵੀਰ ਦਫਤਰ ਵਿਚ ਲਗਾ ਕੇ ਦਲਿਤ ਭਾਈਚਾਰੇ ਨੂੰ ਖੁਸ਼ ਕੀਤਾ ਪਰ ਦਲਿਤ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲਿਆਂ ਵਿਰੁਧ ਕਾਰਵਾਈ ਨਹੀ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ 1ਜੂਨ ਨੂੰ ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਵੱਲੋਂ ਵੱਡਾ ਇਕੱਠ ਕਰਕੇ ਸਰਕਾਰ ਦੇ ਦਲਿਤ ਵਿਰੋਧੀ ਵਤੀਰੇ ਖਿਲਾਫ਼ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਦਲਿਤ ਭਾਈਚਾਰੇ ਨੇ ਤਹਿਸੀਲਦਾਰ ਬਠਿੰਡਾ ਰਾਹੀਂ ਮੋਰਚੇ ਵਲੋਂ ਮੰਗਾਂ ਦਾ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ। ਇਸ ਮੌਕੇ ਗੁਰਬਚਨ ਸਿੰਘ ਸਿਵੀਆ ਮਜਬੀ ਸਿੱਖ ਵੈਲਫੇਅਰ ਐਸੋਸੀਏਸ਼ਨ, ਬਾਬਾ ਜੱਸਾ ਸਿੰਘ ਪੰਧੇਰ ਰੰਗਰੇਟ, ਮਾਸਟਰ ਜੀਤ ਸਿੰਘ , ਰਾਜਾ ਸਿੰਘ ਸਿਵੀਆ, ਗੁਰਤੇਜ ਸਿੰਘ ਜੋਧਪੁਰੀ ,ਜਗਤਾਰ ਸਿੰਘ ਧੁਨੀਕੇ, ਅਵਤਾਰ ਸਿੰਘ, ਗੁਰਬਿੰਦਰ ਸਿੰਘ,ਬੀਬੀ ਸੁਰਿੰਦਰ ਕੌਰ ਕਲੈਹਰੀ, ਸਰਪੰਚ ਸਰਦੂਲ ਸਿੰਘ, ਮੋਦਨ ਸਿੰਘ ਪੰਚ, ਰਜਿੰਦਰ ਸਿੰਘ ਗੋਪੀ, ਜੰਟੀ ਸਿੰਘ, ਬਿਦਰ ਕੌਰ ਪੰਚ, ਕਾਕਾ ਸਿੰਘ, ਬੇਅੰਤ ਸਿੰਘ ਲੱਖੀ ਜੰਗਲ ਅਤੇ ਹੋਰ ਨੇਤਾਵਾਂ ਨੇ ਵੀ ਸੰਬੋਧਨ ਕੀਤਾ।