ਸੁਖਜਿੰਦਰ ਮਾਨ
ਬਠਿੰਡਾ, 17 ਮਈ : ਸੀ.ਬੀ.ਐਸ.ਈ. ਵੱਲੋਂ ਐਲਾਨੇ ਗਏ ਵਿੱਦਿਅਕ ਸਾਲ 2022-23 ਦੇ ਦਸਵੀਂ ਅਤੇ ਬਾਰਵੀਂ ਕਲਾਸ ਦੇ ਨਤੀਜਿਆਂ ਵਿੱਚ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਡੀ.ਐਮ ਗਰੁੱਪ ਕਰਾੜਵਾਲਾ ਦੇ ਵਿਦਿਆਰਥੀਆਂ ਦਾ ਨਤੀਜਾ ਸਾਨਦਾਰ ਰਿਹਾ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿਸੰੀਪਲ ਨੇ ਦਸਿਆ ਕਿ ਵਿਦਿਆਰਥਣ ਗਰਿਮਾ ਨੇ (ਨਾਨ ਮੈਡੀਕਲ) ਗਰੁੱਪ ਵਿਚ 96 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਉਨਤੇਜ ਸਿੰਘ ਨੇ (ਮੈਡੀਕਲ ਗਰੁੱਪ ਵਿੱਚੋਂ 95 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ । ਇਸੇ ਤਰ੍ਹਾਂ ਦਸਵੀਂ ਕਲਾਸ ਵਿੱਚੋਂ ਵਿਦਿਆਰਥਣ ਜਸਦੀਪ ਕੌਰ ਨੇ 96 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਤੇ ਵਿਦਿਆਰਥੀ ਪਰਮਵੀਰ ਸਿੰਘ 95 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਨਤੀਜਾ 100 ਫੀਸਦੀ ਰਿਹਾ।ਇਸ ਮੌਕੇ ਤੇ ਸੰਸਥਾ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋਂ ਨੇ ਸ਼ਾਨਦਾਰ ਨਤੀਜਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿਤੀ ਅਤੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।
ਡੀ.ਐਮ. ਗਰੁੱਪ ਕਰਾੜਵਾਲਾ ਦੇ ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ
ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ
ਈ.ਵੀ.ਐਮ. ਦਾ ਬਟਨ ਨੱਪ ਕੇ ਕੂੜ ਪ੍ਰਚਾਰ ਕਰਨ ਵਾਲੇ ਵਿਰੋਧੀਆਂ ਦਾ ਮੂੰਹ ਬੰਦ ਕਰਵਾਉਣ ਲਈ ਮੁੱਖ ਮੰਤਰੀ ਨੇ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕੀਤਾ
ਪੰਜਾਬੀ ਖ਼ਬਰਸਾਰ ਬਿਉਰੋ
ਜਲੰਧਰ, 17 ਮਈ : ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 100 ਕਰੋੜ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਦਿੱਤੇ ਸ਼ਾਨਦਾਰ ਫਤਵੇ ਲਈ ਉਹ ਨਿੱਜੀ ਤੌਰ ’ਤੇ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਦੇ ਰਿਣੀ ਹਨ। ਭਗਵੰਤ ਮਾਨ ਨੇ ਕਿਹਾ, “ਜਲੰਧਰ ਵਾਸੀਆਂ ਨੇ ਈ.ਵੀ.ਐਮ. ਦਾ ਇੱਕ ਬਟਨ ਨੱਪ ਕੇ ਉਨ੍ਹਾਂ ਲੋਕਾਂ ਦੇ ਮੂੰਹ ਬੰਦ ਕਰ ਦਿੱਤੇ ਹਨ, ਜੋ ਇਸ ਮੁਹਿੰਮ ਦੌਰਾਨ ਮੇਰੇ ਖ਼?ਲਾਫ਼ ਜ਼ਹਿਰ ਉਗਲ ਰਹੇ ਸਨ।”ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਆਇਆ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰ ਦਾ ਵਿਕਾਸ ਕਰਨ ਲਈ 95 ਕਰੋੜ ਰੁਪਏ ਨਗਰ ਨਿਗਮ ਜਲੰਧਰ ਨੂੰ ਭੇਜ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਸ਼ਹਿਰ ਨੂੰ ਅਤਿ ਆਧੁਨਿਕ ਨਾਗਰਿਕ ਸਹੂਲਤਾਂ ਨਾਲ ਲੈਸ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਕੰਮ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਨਕੋਦਰ ਤੋਂ ਗੁਰਾਇਆ ਵਾਇਆ ਜੰਡਿਆਲਾ ਤੱਕ 17.46 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਦਾ ਕੰਮ ਵੀ ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।ਮੁੱਖ ਮੰਤਰੀ ਨੇ ਦੁਹਰਾਇਆ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਕਾਰਾਤਮਕ ਅਤੇ ਨਫਰਤ ਭਰੇ ਕੂੜ ਪ੍ਰਚਾਰ ਨੂੰ ਸਿਰੋਂ ਤੋਂ ਨਾਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੇ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ, ਬੇਮਿਸਾਲ ਤਰੱਕੀ, ਲੋਕਾਂ ਦੀ ਭਲਾਈ ਅਤੇ ਹੋਰ ਉਪਰਾਲਿਆਂ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਨੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ ਸਨ, ਉਥੇ ਉਨ੍ਹਾਂ ਦੇ ਵਿਰੋਧੀਆਂ ਨੇ ਜਾਤ-ਪਾਤ ਅਤੇ ਧਰਮ ਦੇ ਨਾਂ ’ਤੇ ਵੋਟਾਂ ਮੰਗੀਆਂ ਸਨ।ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਜ਼ਬਰਦਸਤ ਫਤਵਾ ਦੇ ਕੇ ਵਿਰੋਧੀ ਧਿਰਾਂ ਨੂੰ ਸ਼ਾਂਤ ਕਰ ਦਿੱਤਾ ਹੈ ਅਤੇ ਹੁਣ ਇਸ ਦੇ ਬਦਲੇ ਜਲੰਧਰ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਖੇਡਾਂ ਦੇ ਧੁਰੇ ਵਜੋਂ ਜਲੰਧਰ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਜਲੰਧਰ ਦੀ ਖੇਡ ਸਨਅਤ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੀ ਤਰੱਕੀ ਅਤੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ, “ਇਸ ਜਿੱਤ ਨੇ ਮੈਨੂੰ ਲੋਕਾਂ ਦੀ ਸੇਵਾ ਹੋਰ ਵੀ ਹਲੀਮੀ ਅਤੇ ਸਮਰਪਿਤ ਹੋ ਕੇ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ।”ਉਨ੍ਹਾਂ ਕਿਹਾ ਕਿ ਭਾਵੇਂ ਨਵੇਂ ਚੁਣੇ ਗਏ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਖਾਕਾ ਤਿਆਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਮੁੜ ਸੁਰਜੀਤੀ ਦੀ ਰਾਹ ’ਤੇ ਹੈ ਕਿਉਂਕਿ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨਵੇਂ-ਨਵੇਂ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ ਅਤੇ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਲੋਕਾਂ ਨਾਲ ਸਲਾਹ-ਮਸ਼ਵਰਾ ਕਰਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ।ਮੁੱਖ ਮੰਤਰੀ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਚਾਰ ਨੂੰ ਸਿਰੇ ਤੋਂ ਨਕਾਰਦਿਆਂ ਢੁਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਲੋਕਾਂ ਦੇ ਭਲੇ ਲਈ ਜੁਟੀ ਸੂਬਾ ਸਰਕਾਰ ਵਿਰੁੱਧ ਆਪਸ ਵਿਚ ਹੱਥ ਮਿਲਾ ਲਿਆ ਸੀ ਪਰ ਲੋਕਾਂ ਨੇ ਇਨ੍ਹਾਂ ਨੂੰ ਸਬਕ ਸਿਖਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਬੱਚਤ ਕਰਨ ਅਤੇ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਸਿੰਚਾਈ ਨੂੰ ਯਕੀਨੀ ਬਣਾਉਣ ਲਈ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਪੰਜਾਬ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਦੇਣ ਨੂੰ ਮਨਜ਼ੂਰੀ
ਪੰਜਾਬੀ ਖ਼ਬਰਸਾਰ ਬਿਉਰੋ
ਜਲੰਧਰ, 17 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਇੱਥੇ ਪੀ.ਏ.ਪੀ. ਕੰਪਲੈਕਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਹ ਖੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼ ਪ੍ਰਮੁੱਖ ਵੈਟਰਨਰੀ ਯੂਨੀਵਰਸਿਟੀ ਦੇ ਸਟਾਫ਼ ਨੂੰ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨਾ ਹੈ। ਇਸ ਫੈਸਲੇ ਨਾਲ ਜਿੱਥੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਦੀਆਂ ਕੋਸ਼ਿਸ਼ਾਂ ਨਾਲ ਇਕ ਪਾਸੇ ਪੰਜਾਬ ਦੇ ਕਿਸਾਨਾਂ ਦੀ ਤਕਦੀਰ ਬਦਲੇਗੀ, ਉੱਥੇ ਦੂਜੇ ਪਾਸੇ ਪੰਜਾਬ ਬਾਕੀ ਸੂਬਿਆਂ ਤੋਂ ਮੋਹਰੀ ਬਣੇਗਾ।
ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 2023 ਨੂੰ ਪ੍ਰਵਾਨਗੀ
ਵਜ਼ਾਰਤ ਨੇ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 1966 ਨੂੰ ਰੱਦ ਕਰਨ ਅਤੇ ਪੰਜਾਬ ਰੈਵੇਨਿਊ ਪਟਵਾਰੀ (ਗਰੁੱਪ 3) ਸੇਵਾ ਨਿਯਮ 2023 ਦੇ ਖਰੜੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਨਾਲ ਨਵੇਂ ਪਟਵਾਰੀ ਆਪਣੇ ਪਰਖ ਕਾਲ ਦੌਰਾਨ ਹੀ ਆਪਣੀ ਸਿਖਲਾਈ ਪੂਰੀ ਕਰਨ ਦੇ ਯੋਗ ਹੋਣਗੇ। ਨਵੇਂ ਨਿਯਮਾਂ ਮੁਤਾਬਕ ਪਟਵਾਰੀਆਂ ਲਈ ਪਹਿਲਾਂ ਚਲਦਾ ਸਿਖਲਾਈ ਦਾ ਡੇਢ ਸਾਲ ਦਾ ਸਮਾਂ, ਜਿਸ ਵਿੱਚ ਇਕ ਸਾਲ ਦੀ ਪਟਵਾਰ ਸਕੂਲ ਸਿਖਲਾਈ ਤੇ ਛੇ ਮਹੀਨੇ ਦੀ ਫੀਲਡ ਸਿਖਲਾਈ ਹੁੰਦੀ ਸੀ, ਨੂੰ ਹੁਣ ਘਟਾ ਕੇ ਇਕ ਸਾਲ ਕਰ ਦਿੱਤਾ ਗਿਆ ਹੈ। ਇਸ ਤਹਿਤ ਹੁਣ ਨੌਂ ਮਹੀਨਿਆਂ ਦੀ ਪਟਵਾਰ ਸਕੂਲ ਸਿਖਲਾਈ ਅਤੇ ਤਿੰਨ ਮਹੀਨਿਆਂ ਦੀ ਫੀਲਡ ਸਿਖਲਾਈ ਹੋਵੇਗੀ।
ਕਰ ਤੇ ਆਬਕਾਰੀ ਮਹਿਕਮੇ ਵਿੱਚ ਐਸ.ਏ.ਐਸ. ਕਾਡਰ ਦੀਆਂ 18 ਆਸਾਮੀਆਂ ਸਿਰਜਣ ਦੀ ਪ੍ਰਵਾਨਗੀ
ਵਜ਼ਾਰਤ ਨੇ ਕਰ ਤੇ ਆਬਕਾਰੀ ਮਹਿਕਮੇ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵਿਭਾਗ ਵਿੱਚ ਐਸ.ਏ.ਐਸ. ਕਾਡਰ ਦੀਆਂ 18 ਆਸਾਮੀਆਂ ਸਿਰਜਣ ਦੀ ਮਨਜ਼ੂਰੀ ਦੇ ਦਿੱਤੀ। ਵਿਭਾਗ ਦਾ ਮੁੱਖ ਕਾਰਜ ਜੀ.ਐਸ.ਟੀ., ਵੈਟ, ਐਕਸਾਈਜ਼ ਤੇ ਹੋਰ ਟੈਕਸ ਇਕੱਤਰ ਕਰਨਾ ਹੈ। ਵਿਭਾਗ ਸਾਲਾਨਾ ਅੰਦਾਜ਼ਨ 30 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇਕੱਤਰ ਕਰਦਾ ਹੈ ਪਰ ਜੀ.ਐਸ.ਟੀ. ਲਾਗੂ ਹੋਣ ਮਗਰੋਂ ਵਿਭਾਗ ਨੂੰ ਦੋ ਕਮਿਸ਼ਨਰੇਟ, ਪੰਜਾਬ ਟੈਕਸੇਸ਼ਨ ਕਮਿਸ਼ਨਰੇਟ ਅਤੇ ਪੰਜਾਬ ਐਕਸਾਈਜ਼ ਕਮਿਸ਼ਨਰੇਟ ਵਿੱਚ ਵੰਡ ਦਿੱਤਾ ਗਿਆ ਹੈ। ਵਿਭਾਗ ਦੇ ਲੇਖੇ-ਜੋਖੇ ਨਾਲ ਸਬੰਧਤ ਕੰਮਕਾਜ ਨੂੰ ਸੁਚਾਰੂ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਐਸ.ਏ.ਐਸ. ਕਾਡਰ ਦੀਆਂ ਆਸਾਮੀਆਂ ਸਿਰਜੀਆਂ ਗਈਆਂ ਹਨ।ਐਸ.ਏ.ਐਸ. ਕਾਡਰ ਦੀਆਂ 18 ਨਵੀਆਂ ਆਸਾਮੀਆਂ ਸਿਰਜਣ ਦੇ ਫੈਸਲੇ ਨਾਲ ਵਿਭਾਗ ਦੀ ਕਾਰਜਪ੍ਰਣਾਲੀ ਤੇ ਮਾਲੀਆ ਉਗਰਾਹੀ ਨੂੰ ਹੋਰ ਕੁਸ਼ਲ ਬਣਾਉਣ ਵਿੱਚ ਮਦਦ ਮਿਲੇਗੀ। ਇਸ ਫੈਸਲੇ ਨਾਲ ਇਕ ਵਧੀਕ ਡਾਇਰੈਕਟਰ (ਵਿੱਤ ਤੇ ਲੇਖਾ), ਇਕ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ), 2 ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਅਤੇ 14 ਸੈਕਸ਼ਨ ਅਫ਼ਸਰਾਂ ਸਣੇ ਕੁੱਲ 18 ਆਸਾਮੀਆਂ ਮਨਜ਼ੂਰ ਹੋਈਆਂ ਹਨ।
ਸਰਕਾਰੀ ਆਯੁਰਵੈਦਿਕ ਕਾਲਜ, ਹਸਪਤਾਲ ਤੇ ਫਾਰਮੇਸੀ ਪਟਿਆਲਾ ਨੂੰ ਗੁਰੂ ਰਵੀਦਾਸ ਆਯੁਰਵੇਦਾ ਯੂਨੀਵਰਸਿਟੀ ਹੁਸ਼ਿਆਰਪੁਰ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ
ਪੰਜਾਬ ਕੈਬਨਿਟ ਨੇ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ/ਸਰਕਾਰੀ ਆਯੁਰਵੈਦਿਕ ਹਸਪਤਾਲ ਪਟਿਆਲਾ ਤੇ ਸਰਕਾਰੀ ਆਯੁਰਵੈਦਿਕ ਫਾਰਮੇਸੀ ਪਟਿਆਲਾ ਨੂੰ ਗੁਰੂ ਰਵੀਦਾਸ ਆਯੁਰਵੇਦਾ ਯੂਨੀਵਰਸਿਟੀ ਹੁਸ਼ਿਆਰਪੁਰ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਯੂਨੀਵਰਸਿਟੀ ਅਧੀਨ ਇਨ੍ਹਾਂ ਕਾਲਜਾਂ ਵਿੱਚ ਆਯੂਸ਼ ਨਾਲ ਸਬੰਧਤ ਹੋਰ ਆਧੁਨਿਕ ਕੋਰਸ ਸ਼ੁਰੂ ਕੀਤੇ ਜਾ ਸਕਣਗੇ। ਇਸ ਤੋਂ ਇਲਾਵਾ ਇਸ ਫੈਸਲੇ ਨਾਲ ਸੂਬੇ ਵਿੱਚ ਆਯੁਰਵੇਦਾ ਤੇ ਹੋਮਿਉਪੈਥੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਕਲੀਨਿਕਲ ਖੋਜ, ਮੈਡੀਸਨਲ ਪੌਦਿਆਂ ਬਾਰੇ ਖੋਜ, ਦਵਾਈਆਂ ਦੀ ਟੈਸਟਿੰਗ ਲੈਬ ਤੇ ਹੋਰ ਸਹੂਲਤਾਂ ਵਿੱਚ ਵੀ ਮਦਦ ਮਿਲੇਗੀ।
582 ਸਿਵਲ ਵੈਟਰਨਰੀ ਹਸਪਤਾਲਾਂ ਵਿੱਚ ਵੈਟਰਨਰੀ ਫਾਰਮਾਸਿਸਟਾਂ ਤੇ ਸਫ਼ਾਈ ਸੇਵਕਾਂ ਵਰਗੇ ਸਰਵਿਸ ਪ੍ਰੋਵਾਈਡਰਾਂ ਦੇ ਕਾਰਜਕਾਲ ਵਿੱਚ ਵਾਧੇ ਨੂੰ ਹਰੀ ਝੰਡੀ
ਪਸ਼ੂਆਂ ਲਈ ਬਿਹਤਰ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਕੈਬਨਿਟ ਨੇ 582 ਸਿਵਲ ਵੈਟਰਨਰੀ ਹਸਪਤਾਲਾਂ ਵਿੱਚ ਵੈਟਰਨਰੀ ਫਾਰਮਾਸਿਸਟਾਂ ਤੇ ਸਫ਼ਾਈ ਸੇਵਕਾਂ ਵਰਗੇ ਸਰਵਿਸ ਪ੍ਰੋਵਾਈਡਰਾਂ ਦੇ ਕਾਰਜਕਾਲ ਵਿੱਚ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਵਾਧੇ ਨੂੰ ਵੀ ਪ੍ਰਵਾਨ ਕਰ ਲਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਉਜਰਤਾਂ ਵਿੱਚ ਬਰਾਬਰੀ ਲਿਆਉਣ ਲਈ ਇਨ੍ਹਾਂ ਸਾਰੇ ਸਰਵਿਸ ਪ੍ਰੋਵਾਈਡਰਾਂ ਨੂੰ ਡੀ.ਸੀ. ਰੇਟ ਮੁਹੱਈਆ ਕੀਤੇ ਜਾਣ। ਜ਼ਿਕਰਯੋਗ ਹੈ ਕਿ ਸਰਕਾਰ ਨੇ ਇਨ੍ਹਾਂ 582 ਸਿਵਲ ਵੈਟਰਨਰੀ ਹਸਪਤਾਲਾਂ (ਪੇਂਡੂ ਵੈਟਰਨਰੀ ਅਫ਼ਸਰਾਂ ਦੀਆਂ ਮਨਜ਼ੂਰ ਆਸਾਮੀਆਂ ਸਮੇਤ) ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਬੰਧਨ ਤੋਂ ਹਟਾ ਕੇ ਵਾਪਸ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਅਧੀਨ ਕਰ ਦਿੱਤਾ ਸੀ।
ਕੈਦੀਆਂ ਦੀ ਛੇਤੀ ਰਿਹਾਈ ਦੇ ਕੇਸ ਭੇਜਣ ਦੀ ਇਜਾਜ਼ਤ
ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚਾਰ ਕੈਦੀਆਂ ਦੀ ਛੇਤੀ ਰਿਹਾਈ ਦੇ ਕੇਸ ਭੇਜਣ ਦੀ ਵੀ ਇਜਾਜ਼ਤ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਮਨਜ਼ੂਰੀ ਮਿਲਣ ਮਗਰੋਂ ਸਜ਼ਾ ਵਿੱਚ ਛੋਟ/ਛੇਤੀ ਰਿਹਾਈ ਦੇ ਇਹ ਕੇਸ ਨਜ਼ਰਸਾਨੀ/ਪ੍ਰਵਾਨਗੀ ਲਈ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।
ਸਰਕਾਰ ਤੇ ਆਈ.ਓ.ਐਲ ’ਚ ਸਮਝੋਤਾ: ਸਰਕਾਰੀ ਬੱਸਾਂ ਨੂੰ 2.29 ਰੁਪਏ ਪ੍ਰਤੀ ਲੀਟਰ ਡੀਜਲ ਮਿਲੇਗਾ ਸਸਤਾ
ਵਿੱਤੀ ਵਰ੍ਹੇ 2023-24 ਦੌਰਾਨ ਹੋਵੇਗੀ 15 ਕਰੋੜ ਰੁਪਏ ਤੋਂ ਵੱਧ ਦੀ ਬੱਚਤ: ਲਾਲਜੀਤ ਸਿੰਘ ਭੁੱਲਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਮਈ: ਪੰਜਾਬ ਸਰਕਾਰ ਨੇ ਸਰਕਾਰੀ ਟ੍ਰਾਂਸਪੋਰਟ ਨੂੰ ਆਰਥਿਕ ਤੌਰ ‘ਤੇ ਫ਼ਾਈਦਾ ਪਹੁੰਚਾਉਣ ਦੇ ਲਈ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸਦੇ ਤਹਿਤ ਸਰਕਾਰੀ ਬੱਸਾਂ ਵਾਸਤੇ 2.29 ਰੁਪਏ ਪ੍ਰਤੀ ਲੀਟਰ ਘੱਟ ਮੁੱਲ ’ਤੇ ਡੀਜ਼ਲ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਸਮਝੋਤੇ ਦੇ ਨਾਲ ਇਕੱਲੇ ਚਾਲੂ ਵਿਤੀ ਸਾਲ ’ਚ ਪੰਜਾਬ ਰੋਡਵੇਜ ਤੇ ਪੀਆਰਟੀਸੀ ਨੂੰ 15 ਕਰੋੜ ਦਾ ਫ਼ਾਈਦਾ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਮਝੌਤੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਪੀ.ਆਰ.ਟੀ.ਸੀ. ਦੇ 9 ਡਿਪੂਆਂ ਅਤੇ ਪੰਜਾਬ ਰੋਡਵੇਜ਼/ਪਨਬੱਸ ਦੇ 18 ਡਿਪੂਆਂ ਵਿੱਚ ਲੱਗੇ ਆਪਣੇ ਡੀਜ਼ਲ ਡਿਸਪੈਂਸਿੰਗ ਯੂਨਿਟਾਂ ਰਾਹੀਂ 3 ਅਪ੍ਰੈਲ ਤੋਂ 15 ਮਈ 2023 ਤੱਕ ਸਰਕਾਰੀ ਬੱਸਾਂ ਲਈ 78.77 ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਇਆ ਅਤੇ ਘੱਟ ਕੀਮਤ ’ਤੇ ਤੇਲ ਲੈ ਕੇ ਟਰਾਂਸਪੋਰਟ ਵਿਭਾਗ ਨੂੰ ਕਰੀਬ ਡੇਢ ਮਹੀਨੇ ਦੇ ਇਸ ਅਰਸੇ ਦੌਰਾਨ ਹੀ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਫ਼ਾਇਦਾ ਪਹੁੰਚਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬ ਰੋਡਵੇਜ਼/ਪਨਬੱਸ ਦੀਆਂ 1840 ਅਤੇ ਪੀ.ਆਰ.ਟੀ.ਸੀ ਦੀਆਂ 1230 ਬੱਸਾਂ ਚਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਬੱਸਾਂ ਦੀ ਗਿਣਤੀ ਅਤੇ ਤੇਲ ਦੀ ਬਾਜ਼ਾਰੀ ਕੀਮਤ ਅੱਜ ਮੁਤਾਬਕ ਹੀ ਰਹਿੰਦੀ ਹੈ ਤਾਂ ਪ੍ਰਤੀ ਮਹੀਨਾ 1 ਕਰੋੜ 25 ਲੱਖ ਰੁਪਏ ਦੀ ਬੱਚਤ ਮੁਤਾਬਕ ਟਰਾਂਸਪੋਰਟ ਵਿਭਾਗ ਨੂੰ ਇਸ ਵਿੱਤੀ ਵਰ੍ਹੇ ਦੌਰਾਨ ਅੰਦਾਜ਼ਨ 15 ਕਰੋੜ ਰੁਪਏ ਤੋਂ ਵੱਧ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਕੀਤੇ ਸਮਝੌਤੇ ਮੁਤਾਬਕ ਇੰਡੀਅਨ ਆਇਲ ਕਾਰਪੋਰੇਸ਼ਨ 30 ਨਵੰਬਰ, 2024 ਤੱਕ ਟਰਾਂਸਪੋਰਟ ਵਿਭਾਗ ਨੂੰ ਡੀਜ਼ਲ ਮੁਹੱਈਆ ਕਰਵਾਏਗੀ।ਸ. ਭੁੱਲਰ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰੀ ਬੱਸ ਸਰਵਿਸ ਹਮੇਸ਼ਾ ਘਾਟੇ ਵਿੱਚ ਰਹਿੰਦੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਸਰਕਾਰੀ ਬੱਸ ਸਰਵਿਸ ਮੁਨਾਫ਼ੇ ਵਿੱਚ ਜਾ ਰਹੀ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਵਾਲਵੋ ਬੱਸਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚਲ ਰਹੀਆਂ ਹਨ। ਇਸੇ ਤਰ੍ਹਾਂ ਅੰਤਰ-ਰਾਜੀ ਬੱਸ ਸਰਵਿਸ ਤਹਿਤ ਹੋਰਨਾਂ ਸੂਬਿਆਂ ਵੱਲ ਨਵੀਆਂ ਬੱਸਾਂ ਚਲਾਈਆਂ ਗਈਆਂ ਹਨ। ਟਰਾਂਸੋਪਰਟ ਮੰਤਰੀ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਪਹਿਲਾਂ ਸਰਕਾਰੀ ਬੱਸਾਂ ਵਿੱਚ ਰਿਟੇਲ ਖੇਤਰ ਤੋਂ ਤੇਲ ਪੁਆਇਆ ਜਾ ਰਿਹਾ ਸੀ ਪਰ ਹੁਣ ਸਰਕਾਰ ਨੇ ਬਲਕ ਖੇਤਰ ਤੋਂ ਸਿੱਧਾ ਤੇਲ ਲੈਣਾ ਸ਼ੁਰੂ ਕਰ ਦਿੱਤਾ ਹੈ ਕਿਉਂ ਜੋ ਬਲਕ ਅਤੇ ਰਿਟੇਲ ਖੇਤਰ ਵਿੱਚ ਤੇਲ ਦੀਆਂ ਕੀਮਤਾਂ ’ਚ 2.29 ਰੁਪਏ ਦਾ ਸਿੱਧਾ-ਸਿੱਧਾ ਫ਼ਰਕ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡੇਵਜ਼/ਪਨਬੱਸ ਦੀਆਂ ਬੱਸਾਂ ਵਿੱਚ ਰੋਜ਼ਾਨਾ ਕਰੀਬ 1.83 ਲੱਖ ਲੀਟਰ ਤੇਲ ਦੀ ਖਪਤ ਹੁੰਦੀ ਹੈ। ਇਸ ਤਰ੍ਹਾਂ ਦੋਵਾਂ ਅਦਾਰਿਆਂ ਨੂੰ ਅੰਦਾਜ਼ਨ 4.20 ਲੱਖ ਰੁਪਏ ਰੋਜ਼ਾਨਾ ਦੀ ਬੱਚਤ ਹੋਣੀ ਸ਼ੁਰੂ ਹੋ ਗਈ ਹੈ।
ਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਸੰਭਾਲਿਆ ਕਾਰਜਭਾਰ
ਭੁਪਿੰਦਰ ਕੌਰ ਦੀ ਬਠਿੰਡਾ ਬਦਲੀ ਤਹਿਤ ਦਿੱਤੀ ਨਿੱਘੀ ਵਿਦਾਇਗੀ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 17 ਮਈ: ਪੰਜਾਬ ਸਰਕਾਰ ਵੱਲ੍ਹੋਂ ਪੀ.ਈ.ਐੱਸ.ਗਰੁੱਪ ਕੇਡਰ ਦੇ ਕੀਤੇ ਤਬਾਦਲਿਆਂ ਤਹਿਤ ਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾ ਉਹ ਫਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਵਜੋਂ ਤੈਨਾਤ ਸਨ।ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਮਾਨਸਾ ਨੂੰ ਬਠਿੰਡਾ ਵਿਖੇ ਇਸੇ ਅਹੁਦੇ ’ਤੇ ਲਾਇਆ ਗਿਆ ਹੈ। ਡੀ.ਈ.ਓ.ਦਫ਼ਤਰ ਸਟਾਫ਼ ਵੱਲ੍ਹੋਂ ਅੱਜ ਨਵੇਂ ਆਏ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਮਨਪ੍ਰੀਤ ਸਿੰਘ ਦਾ ਜਿਥੇ ਨਿੱਘਾ ਸਵਾਗਤ ਕੀਤਾ ਗਿਆ, ਉਥੇ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਯਾਦ ਕੀਤਾ ਗਿਆ। ਨਵੇਂ ਆਏ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਪ੍ਰੀਤ ਸਿੰਘ ਨੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਅਤੇ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਸਭਨਾਂ ਦੇ ਸਹਿਯੋਗ ਨਾਲ ਮਾਨਸਾ ਜ਼ਿਲ੍ਹੇ ਦੇ ਸਕੂਲਾਂ ਦੀ ਬੇਹਤਰੀ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਹਰ ਤਰ੍ਹਾਂ ਦੇ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਹੱਕੀ ਮਸਲੇ ਵੀ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣਗੇ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.) ਹਰਿੰਦਰ ਸਿੰਘ ਭੁੱਲਰ, ਡਿਪਟੀ ਡੀਈਓ ਡਾ.ਵਿਜੈ ਮਿੱਢਾ, ਡਿਪਟੀ ਡੀ.ਈ.ਓ ਗੁਰਲਾਭ ਸਿੰਘ,ਪ੍ਰਿੰਸੀਪਲ ਮਦਨ ਲਾਲ ਕਟਾਰੀਆ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਪ੍ਰੀਤ ਸਿੰਘ ਨੂੰ ਜੀ ਆਇਆਂ ਆਖਦਿਆਂ ਹਰ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਆਤਮਾ ਸਿੰਘ ਲੈਕਚਰਾਰ ਪੰਜਾਬੀ,ਹਰਮਨਦੀਪ ਸਿੰਘ, ਰਵਿੰਦਰ ਸਿੰਘ, ਹਰਦੀਪ ਸਿੰਘ ਜੂਨੀਅਰ ਸਹਾਇਕ,ਮਦਨ ਲਾਲ ਕਟਾਰੀਆ, ਲੈਕਚਰਾਰ ਕੁਲਦੀਪ ਸਿੰਘ,ਗੁਰਦੀਪ ਸਿੰਘ ਡੀ ਐੱਮ ਖੇਡਾਂ, ਰਾਮਨਾਥ ਧੀਰਾ, ਖੁਸ਼ਵਿੰਦਰ ਬਰਾੜ,ਸਮਰਜੀਤ ਬੱਬੀ, ਜਗਤਾਰ ਔਲਖ,ਅਮਨਦੀਪ ਸਿੰਘ ਭੰਮੇ,ਹਰੀਸ਼ ਕੁਮਾਰ, ਸ਼ੰਭੂ ਮਸਤਾਨਾ,ਆਮ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ, ਗੁਰਮੀਤ ਸਿੰਘ ,ਇੰਦਰਜੀਤ ਸਿੰਘ ਉੱਭਾ,ਵੀ ਹਾਜ਼ਰ ਸਨ।
ਚੱਲ ਰਹੇ ਵਿਕਾਸ ਦੇ ਕਾਰਜਾਂ ਚ ਲਿਆਂਦੀ ਜਾਵੇ ਤੇਜ਼ੀ : ਵਧੀਕ ਡਿਪਟੀ ਕਮਿਸ਼ਨਰ
ਮੁਕੰਮਲ ਹੋਏ ਕਾਰਜਾਂ ਦੇ ਜਲਦ ਕਰਵਾਏ ਜਾਣ ਵਰਤੋਂ ਸਰਟੀਫ਼ਿਕੇਟ ਜਮਾਂ
ਸੁਖਜਿੰਦਰ ਮਾਨ
ਬਠਿੰਡਾ, 17 ਮਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ ਚੌਧਰੀ ਨੇ ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਕੋਲੋਂ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂੰ ਲੋੜੀਂਦੇ ਆਦੇਸ਼ ਵੀ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀਂ ਚੌਧਰੀ ਨੇ ਅਧਿਕਾਰੀਆਂ ਕੋਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਚੱਲ ਰਹੇ ਵਿਕਾਸ ਦੇ ਕਾਰਜਾਂ ਚ ਤੇਜ਼ੀ ਲਿਆਂਦੀ ਜਾਵੇ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਿਆ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਤੋਂ ਜਲਦ ਜਮ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੁਰਾਣੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵੀ ਵਰਤੋਂ ਸਰਟੀਫ਼ਿਕੇਟ ਜਮਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਲਾਭ ਜ਼ਮੀਨੀ ਪੱਧਰ ਤੇ ਪਹੁੰਚਾਇਆ ਜਾਵੇ ਤਾਂ ਜੋ ਯੋਗ ਲਾਭਪਾਤਰੀ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਆਰਪੀ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
‘ਮੇਰਾ ਬਾਬਾ ਨਾਨਕ’ ਫ਼ਿਲਮ ਦੀ ਸਟਾਰ ਕਾਸਟ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹੋਈ ਰੁਬਰੂ
ਸੁਖਜਿੰਦਰ ਮਾਨ
ਬਠਿੰਡਾ, 17 ਮਈ : ਆਉਣ ਵਾਲੀ ਪੰਜਾਬੀ ਫਿਲਮ “ਮੇਰਾ ਬਾਬਾ ਨਾਨਕ”ਦੀ ਸਟਾਰ ਕਾਸਟ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਕੈਂਪਸ ਵਿਖੇ ਵਿਦਿਆਰਥੀਆਂ ਨਾਲ ਰੁਬਰੂ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਫਿਲਮ 19 ਮਈ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।ਫ਼ਿਲਮ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿੰਆ ਫ਼ਿਲਮ ਦੇ ਲੇਖਕ ਅਤੇ ਅਭਿਨੇਤਾ ਅਮਨਮੀਤ ਸਿੰਘ ਅਤੇ ਮੁੱਖ ਅਦਾਕਾਰਾ ਹਰਸ਼ਜੋਤ ਕੌਰ ਨੇ ਦੱਸਿਆ ਕਿ ਇਹ ਫਿਲਮ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕਰੇਗੀ। ਫਿਲਮ ਦਰਸ਼ਕਾਂ ਨੂੰ ਵਿਸ਼ਵਾਸ ਨਾਲ ਜੋੜੇਗੀ ਅਤੇ ਧਾਰਮਿਕ ਦ੍ਰਿਸ਼ਟੀਕੋਣ ਰਾਹੀਂ ਦਿਲਾਂ ਨੂੰ ਛੂਹ ਜਾਵੇਗੀ। ਉਹਨਾਂ ਕਿਹਾ ਕਿ ਇਹ ਫ਼ਿਲਮ ਵੱਖ-ਵੱਖ ਸਮਾਜਿਕ ਮੁੱਦਿਆਂ ਜਿਵੇਂ ਕਿ ਔਰਤਾਂ ਦੇ ਸਸ਼ਕਤੀਕਰਨ, ਲਿੰਗ ਆਧਾਰਿਤ ਵਿਤਕਰਾ, ਸ਼ਰੀਕੇਬਾਜੀ ਅਤੇ ਨਸ਼ਾਖੋਰੀ ਵਰਗੀਆਂ ਸਮਾਜਿਕ ਸਮੱਸਿਆਵਾਂ ਉੱਪਰ ਕੇਂਦਰਿਤ ਹੈ ਅਤੇ ਉਹਨਾਂ ਕਿਰਦਾਰਾਂ ਨੂੰ ਪੇਸ਼ ਕਰਦੀ ਹੈ ਜਿਨ੍ਹਾਂ ਨੂੰ ਰੱਬ ਤੇ ਅਥਾਹ ਭਰੋਸਾ ਹੁੰਦਾ ਹੈ ਅਤੇ ਜੀਵਨ ਵਿੱਚ ਵਾਪਰ ਰਹੇ ਘਟਨਾਕ੍ਰਮ ਬਾਰੇ ਉਹਨਾਂ ਨੂੰ ਭੌਰਾ ਵੀ ਰੋਸਾ ਨਹੀਂ ਹੁੰਦਾ।ਫ਼ਿਲਮ ਦੀ ਸਟਾਰਕਾਸਟ ਵੱਲੋਂ ਵਿਦਿਆਰਥੀਆਂ ਅਤੇ ਸਭਨਾਂ ਨੂੰ 19 ਮਈ ਨੂੰ ਆਪਣੇ ਪਰਿਵਾਰਾਂ ਸਮੇਤ ਇਹ ਫ਼ਿਲਮ ਵੇਖਣ ਦੀ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਦਰਸ਼ਕਾਂ ਦੇ ਪਿਆਰ ਅਤੇ ਸਮਰਥਨ ਨਾਲ ਹੀ ਉਹਨਾਂ ਨੂੰ ਅਜਿਹੇ ਸਮਾਜਿਕ ਸੰਦੇਸ਼ ਵਾਲੀਆਂ ਫ਼ਿਲਮਾਂ ਬਨਾਉਣ ਦੀ ਹੋਂਸਲਾ ਅਫ਼ਜਾਈ ਮਿਲੇਗੀ।ਫ਼ਿਲਮ ਦਾ ਟ?ਰੇਲਰ ਇਸ ਮੌਕੇ ਪ੍ਰਦਰਸ਼ਿਤ ਕੀਤਾ ਗਿਆ। ਅਭਿਨੇਤਾ ਅਮਨਮੀਤ ਸਿੰਘ ਨੇ ਸਾਬਤ ਸੂਰਤ ਸਰਦਾਰ ਦੇ ਰੂਪ ਵਿਚ ਆਪਣਾ ਕਿਰਦਾਰ ਨਿਭਾਉਂਦਿਆਂ ਸਮਾਜ ਨੂੰ ਸਾਕਾਰਾਤਮਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਫ਼ਿਲਮ ਦੀ ਮੁੱਖ ਅਦਾਕਾਰਾ ਹਰਸ਼ਜੋਤ ਕੌਰ ਵੱਲੋਂ ਵੀ ਫਿਲਮ “ਮੇਰਾ ਬਾਬਾ ਨਾਨਕ” ਵਿਚ ਆਪਣੇ ਕਿਰਦਾਰ ਬਾਰੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵਿਚਾਰ ਸਾਂਝੇ ਕੀਤੇ। ਹਰਸ਼ਜੋਤ ਕੌਰ ਜੋ ਕਿ ਇੱਕ ਬਹੁਪੱਖੀ ਸਖਸ਼ੀਅਤ ਹਨ ਨੇ ਆਪਣੇ ਕੈਰੀਅਰ ਬਾਰੇ ਵੀ ਵਿਦਿਆਰਥੀਆਂ ਦੇ ਸਵਾਲਾਂ ਦੇ ਜ਼ਵਾਬ ਦਿੱਤੇ, ਕਿ ਕਿਵੇਂ ਉਹ ਪੰਜਾਬ ਪੁਲਿਸ ਵਿਚ ਇੰਸਪੈਕਟਰ ਦੀ ਨੌਕਰੀ ਕਰਦਿਆਂ ਆਪਣੀ ਅਦਾਕਾਰੀ ਦੇ ਸ਼ੋਂਕ ਨੂੰ ਜ਼ਾਰੀ ਰੱਖ ਰਹੀ ਹੈ। ਵਿਦਿਆਰਥੀਆਂ ਨਾਲ ਦੋਨਾਂ ਅਦਾਕਾਰਾਂ ਦੇ ਸਵਾਲ-ਜਵਾਬ ਦਾ ਸਿਲਸਿਲਾ ਰੋਮਾਂਚਿਕ ਰਿਹਾ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਅਤੇ ਰਜਿਸਟਰਾਰ ਡਾ: ਗੁਰਿੰਦਰ ਪਾਲ ਸਿੰਘ ਬਰਾੜ ਨੇ ਸਟਾਰ ਕਾਸਟ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਸਮਾਜਿਕ ਸੰਦੇਸ਼ ਵਾਲੇ ਪ੍ਰੋਜੈਕਟਾਂ ਤੇ ਕੰਮ ਕਰਨ ਦੀ ਸ਼ਲਾਘਾ ਕੀਤੀ।ਫਿਲਮ ਦੀ ਸਟਾਰ ਕਾਸਟ ਵਿੱਚ ਅਮਨਮੀਤ ਸਿੰਘ ਅਤੇ ਹਰਸ਼ਜੋਤ ਕੌਰ ਤੋਂ ਇਲਾਵਾ ਵਿਕਰਮਜੀਤ ਵਿਰਕ, ਕੁਲ ਸਿੱਧੂ, ਹਰਪ੍ਰੀਤ ਬੈਂਸ, ਮਿੰਟੂ ਕਾਪਾ, ਮਹਾਵੀਰ ਭੁੱਲਰ, ਤਰਸੇਮ ਪਾਲ, ਮਲਕੀਤ ਰੌਣੀ ਸਮੇਤ ਨਾਮਵਰ ਕਲਾਕਾਰ ਸ਼ਾਮਿਲ ਹਨ। ਇਸ ਫ਼ਿਲਮ ਦੇ ਗੀਤ ਪ੍ਰਸਿੱਧ ਗੀਤਕਾਰ ਅਮਰਦੀਪ ਸਿੰਘ ਗਿੱਲ, ਦੀਪ ਅਟਵਾਲ ਅਤੇ ਅਮਰ ਜਲਾਲ ਦੇ ਲਿਖੇ ਹਨ।
ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਦਾਇਗੀ ਪਾਰਟੀ ‘ਬੋਨ ਵਾਏਜ’ ਦਾ ਆਯੋਜਨ
ਮਿਸ ਲੇਹਕ ਅਤੇ ਮਿਸਟਰ ਹਿਤੇਸ਼ ਨੂੰ ਕ੍ਰਮਵਾਰ ਮਿਸ ਫੇਅਰਵੈਲ ਅਤੇ ਮਿਸਟਰ ਫੇਅਰਵੈਲ ਦਾ ਤਾਜ ਪਹਿਨਾਇਆ
ਸੁਖਜਿੰਦਰ ਮਾਨ
ਬਠਿੰਡਾ, 17 ਮਈ : ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਐਮ.ਆਰ.ਐਸ.ਪੀ.ਟੀ.ਯੂ. ਬਠਿੰਡਾ ਵਿਖੇ ਟੈਕਸਟਾਈਲ ਇੰਜਨੀਅਰਿੰਗ ਵਿਭਾਗ ਵੱਲੋਂ ਆਖਰੀ ਸਾਲ ਦੇ ਵਿਦਿਆਰਥੀਆਂ ਲਈ ‘ਬੋਨ ਵਾਏਜ’ 23 ਨਾਂ ਦੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਮਿਸਟਰ ਫੇਅਰਵੈਲ ਦਾ ਖਿਤਾਬ ਮਿਸਟਰ ਹਿਤੇਸ਼ ਅਤੇ ਮਿਸ ਫੇਅਰਵੈਲ ਲੇਹਕ ਨੇ ਜਿੱਤਿਆ।ਇਸ ਮੌਕੇ ਜੂਨੀਅਰ ਬੈਚ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਯੂਨੀਵਰਸਿਟੀ ਵਿਚ ਪੜਾਈ ਪੂਰੀ ਕਰਕੇ ਜਾਣ ਵਾਲੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਾਲਜ ਵਿੱਚ ਅਨੁਭਵ ਕੀਤੇ ਸੁਨਹਿਰੀ ਪਲਾਂ ਨੂੰ ਯਾਦ ਕੀਤਾ। ਫੈਕਲਟੀ ਅਤੇ ਸਟਾਫ਼ ਮੈਂਬਰਾਂ ਨੇ ਰੰਗਾ ਰੰਗ ਪਲਾਂ ਦਾ ਆਨੰਦ ਮਾਣਿਆ ਅਤੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰਾਂ ਨੂੰ ਟਾਈਟਲ ਦਿੱਤੇ ਅਤੇ ਉਨ੍ਹਾਂ ਲਈ ਸਮਰਪਿਤ ਗੀਤ ਗਾਏ। ਸੀਨੀਅਰ ਵਿਦਿਆਰਥੀਆਂ ਨੇ ਵੀ ਦਿਲਚਸਪ ਖੇਡਾਂ ਖੇਡੀਆਂ ਅਤੇ ਆਪਣੇ ਕਾਲਜ ਦੇ ਜੀਵਨ ਦੀਆਂ ਆਨੰਦਮਈ ਯਾਦਾਂ ਤਾਜੀਆਂ ਕੀਤੀਆ ।ਵਿਭਾਗ ਦੇ ਮੁਖੀ ਡਾ: ਰਾਜੀਵ ਕੇ ਵਰਸ਼ਨੇ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਕੈਂਪਸ ਡਾਇਰੈਕਟਰ, ਡਾ: ਸੰਜੀਵ ਅਗਰਵਾਲ ਨੇ ਵਿਦਿਆਰਥੀਆਂ ਨੂੰ ਪ੍ਰੋਫੈਸ਼ਨਲ ਜੀਵਨ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਮਾਨਸਾ ਤੋਂ ਬਾਦਲ ਕੇ ਆਏ ਭੁਪਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁੱਦਾ ਸੰਭਾਲਿਆ
ਸੁਖਜਿੰਦਰ ਮਾਨ
ਬਠਿੰਡਾ, 17 ਮਈ : ਪਿਛਲੇ ਲੰਮੇ ਸਮੇਂ ਤੋਂ ਬਠਿੰਡਾ ਜ਼ਿਲ੍ਹੇ ਵਿਚ ਵੱਖ ਵੱਖ ਅਹੁੱਦਿਆਂ ’ਤੇ ਕੰਮ ਕਰ ਚੁੱਕੇ ਸ਼੍ਰੀ ਭੁਪਿੰਦਰ ਕੌਰ ਨੇ ਅੱਜ ਬਤੌਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਅਪਣਾ ਅਹੁੱਦਾ ਸੰਭਾਲ ਲਿਆ। ਬੀਤੇ ਕੱਲ ਹੋਈਆਂ ਬਦਲੀਆਂ ਵਿਚ ਉਨ੍ਹਾਂ ਨੂੰ ਮਾਨਸਾ ਤੋਂ ਬਦਲ ਕੇ ਬਠਿੰਡਾ ਤੈਨਾਤ ਕੀਤਾ ਸੀ। ਇਸੇ ਅਹੁੱਦੇ ਉਪਰ ਤੈਨਾਤ ਮੇਵਾ ਸਿੰਘ ਨੂੰ ਫਰੀਦਕੋਟ ਭੇਜਿਆ ਗਿਆ ਹੈ। ਇੱਥੇ ਦਸਣਾ ਬਣਦਾ ਹੈ ਕਿ ਸ਼੍ਰੀਮਤੀ ਭੁਪਿੰਦਰ ਕੌਰ ਨੇ ਬਠਿੰਡਾ ਵਿੱਚ ਬਤੌਰ ਸੈਕੰਡਰੀ ਸਿੱਖਿਆ ਵਿਭਾਗ ਵਿੱਚ ਵੀ ਬਤੌਰ ਉਪ ਜਿਲ੍ਹਾ ਸਿੱਖਿਆ ਅਫਸਰ ਲੰਮਾ ਸਮਾਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਉਹਨਾਂ ਮਾਨਸਾ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਦੌਰਾਨ ਮਾਨਸਾ ਜ਼ਿਲ੍ਹੇ ਨੂੰ ਦਾਖਲਾ ਮੁਹਿੰਮ ਵਿੱਚ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਹੇਠ ਮਾਨਸਾ ਜਿਲ੍ਹੇ ਵੱਲੋਂ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਅੱਜ ਭੁਪਿੰਦਰ ਕੌਰ ਦੇ ਬਠਿੰਡਾ ਜ਼ਿਲ੍ਹੇ ਵਿੱਚ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦਾ ਅਹੁਦਾ ਸੰਭਾਲਣ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਮਹਿੰਦਰਪਾਲ ਸਿੰਘ, ਸਤਬੀਰ ਸਿੰਘ ਐਲ.ਏ, ਮਨੋਜ ਕੁਮਾਰ ਐਲ.ਏ. ਅਤੇ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ।
ਬਠਿੰਡਾ ’ਚ ਐਨਆਈਏ ਦੀ ਟੀਮਾਂ ਵਲੋਂ ਦੋ ਥਾਵਾਂ ‘ਤੇ ਛਾਪੇਮਾਰੀ
ਪੁਛਗਿਛ ਲਈ ਇੱਕ ਨੌਜਵਾਨ ਨੂੰ ਚੰਡੀਗੜ੍ਹ ਨਾਲ ਲਿਜਾਇਆ ਗਿਆ
ਸੁਖਜਿੰਦਰ ਮਾਨ
ਬਠਿੰਡਾ, 17 ਮਈ : ਕਥਿਤ ਅੱਤਵਾਦੀ ਤੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਅੱਜ ਸਵੇਰੇ ਕਰੀਬ 5 ਵਜੇਂ ਐੱਨਆਈਏ ਦੀਆਂ ਟੀਮਾਂ ਵਲੋਂ ਬਠਿੰਡਾ ਸ਼ਹਿਰ ਅਤੇ ਰਾਮਾ ਮੰਡੀ ਦੇ ਨਜਦੀਕ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਖੇ ਛਾਪੇਮਾਰੀ ਕੀਤੀ ਗਈ। ਕਈ ਘੰਟਿਆਂ ਦੀ ਤਲਾਸ਼ੀ ਮੁਹਿੰਮ ਤੇ ਪੁਛਗਿਛ ਤੋਂ ਬਾਅਦ ਟੀਮ ਬਠਿੰਡਾ ਦੀ ਚੰਦਸਰ ਬਸਤੀ ਦੇ ਨੌਜਵਾਨ ਜੇਮਜ ਖੋਖਰ ਨੂੰ ਹੋਰ ਪੁਛਗਿਛ ਲਈ ਅਪਣੇ ਨਾਲ ਚੰਡੀਗੜ੍ਹ ਲੈ ਗਈ। ਇਸ ਦੌਰਾਨ ਸਥਾਨਕ ਪੁਲਿਸ ਨੂੰ ਵੀ ਸੁਰੱਖਿਆ ਦੇ ਲਈ ਨਾਲ ਲਿਆ ਗਿਆ। ਪਤਾ ਲੱਗਿਆ ਹੈ ਕਿ ਤਲਾਸੀ ਦੌਰਾਨ ਟੀਮਾਂ ਵਲੋਂ ਘਰ ਵਿਚ ਨਿੱਕੀ-ਨਿੱਕੀ ਵਸਤੂ ਦੀ ਜਾਂਚ ਕੀਤੀ ਗਈ। ਸੂਚਨਾ ਮੁਤਾਬਕ ਸ਼ਹਿਰ ਦੇ ਵਾਸੀ ਨੌਜਵਾਨ ਨੌਜਵਾਨ ਉਪਰ ਇੱਕ ਚਰਚਿਤ ਗੈਗਸਟਰ ਨੂੰ ਪੈਸੇ ਭੇਜਣ ਦੇ ਦੋਸ਼ ਲਗਾਏ ਗਏ ਹਨ, ਜਿਹੜਾ ਉਸਦਾ ਕੋਈ ਨਜਦੀਕੀ ਰਿਸ਼ਤੇਦਾਰ ਵੀ ਦਸਿਆ ਜਾ ਰਿਹਾ। ਟੀਮ ਉਕਤ ਨੌਜਵਾਨ ਨੂੰ ਨਾਲ ਲਿਜਾਣ ਦੇ ਇਲਾਵਾ ਉਸਦੇ ਘਰੋਂ ਬਰਾਮਦ ਹੋਏ ਢਾਈ ਲੱਖ ਰੁਪਏ ਵੀ ਨਾਲ ਲੈ ਗਈ। ਜੇਮਜ ਬੈਟਰੀਆਂ ਤੇ ਇਨਵਾਈਟਰਾਂ ਦਾ ਕੰਮ ਕਰਦਾ ਦਸਿਆ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਬੰਗੀ ਨਿਹਾਲ ਸਿੰਘ ਵਿਚ ਸੰਦੀਪ ਸਿੰਘ ਨਾਂ ਦੇ ਨੌਜਵਾਨ ਜੋਕਿ ਆਨ ਲਾਈਨ ਦਾ ਕੰਮ ਕਰਦਾ ਹੈ, ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ ਉਕਤ ਨੌਜਵਾਨ ਵਿਰੁਧ ਵਿਦੇਸ਼ੀ ਹਥਿਆਰਾਂ ਦੀ ਬਰਾਮਦਗੀ ਦੇ ਮਾਮਲੇ ਵਿਚ ਸਾਲ 2018 ਵਿਚ ਕੋਈ ਪਰਚਾ ਦਰਜ਼ ਹੋਇਆ ਸੀ। ਉਹ ਹੁਣ ਜ਼ਮਾਨਤ ’ਤੇ ਬਾਹਰ ਹੈ ਪਰ ਅਜੇ ਤਕ ਉਸ ਦਾ ਚਲਾਨ ਪੇਸ਼ ਨਹੀਂ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨੂੰ ਸੰਦੀਪ ਸਿੰਘ ਨੇ ਦਸਿਆ ਕਿ ਉਹ ਹੁਣ ਕੋਈ ਗਲਤ ਕੰਮ ਨਹੀਂ ਕਰ ਰਿਹਾ ਤੇ ਆਨ ਲਾਈਨ ਸੇਵਾਵਾਂ ਤੋਂ ਇਲਾਵਾ ਫੋਟੋ ਸਟੈਟ ਦੀ ਦੁਕਾਨ ਚਲਾ ਕੇ ਆਪਣਾ ਗੁਜ਼ਾਰਾ ਕਰ ਰਿਹਾ ਹੈ, ਜਿਸਦੇ ਚੱਲਦੇ ਉਸਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।
