Home Blog Page 2110

ਤਹਿਸੀਲਦਾਰ ਦੀ ਮੁਅੱਤਲੀ ਵਿਰੁਧ ਭੜਕੇ ਮਾਲ ਅਧਿਕਾਰੀ, ਦੋ ਦਿਨਾਂ ਲਈ ਕੀਤਾ ਕੰਮਕਾਜ਼ ਠੱਪ

ਮਨਿਸਟਰੀਅਲ ਸਟਾਫ਼ ਯੂਨੀਅਨ ਨੇ ਵੀ ਇਨਸਾਫ਼ ਨਾ ਮਿਲਣ ’ਤੇ ਹੜਤਾਲ ਉਪਰ ਜਾਣ ਦੀ ਦਿੱਤੀ ਚੇਤਾਵਨੀ
ਸੁਖਜਿੰਦਰ ਮਾਨ
ਬਠਿੰਡਾ, 17 ਮਈ : ਬੀਤੇ ਕੱਲ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀ ਤਹਿਸੀਲ ਮੋੜ ਵਿਖੇ ਤੈਨਾਤ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਅਤੇ ਉਸਦੇ ਰੀਡਰ ਹਰਦੇਵ ਸਿੰਘ ਨੂੰ ਮੁਅੱਤਲ ਕਰਨ ਦੇ ਵਿਰੋਧ ’ਚ ਬਠਿੰਡਾ ਜ਼ਿਲ੍ਹੇ ਦੇ ਸਮੂਹ ਮਾਲ ਅਫ਼ਸਰ ਤੇ ਮਨਿਸਟਰੀਅਲ ਕਾਮੇ ਭੜਕ ਉੱਠੇ ਹਨ। ਜਿਸਦੇ ਚੱਲਦੇ ਅੱਜ ਜ਼ਿਲ੍ਹੇ ਨਾਲ ਸਬੰਧਿਤ ਤਹਿਸੀਲਾਂ ਅਤੇ ਸਬ ਤਹਿਸੀਲਾਂ ਬੰਦ ਰਹੀਆਂ ਅਤੇ ਮਾਲ ਅਫ਼ਸਰਾਂ (ਜ਼ਿਲ੍ਹਾ ਮਾਲ ਅਫ਼ਸਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ) ਨੇ ਦੋ ਦਿਨਾਂ ਲਈ ਕੰਮਕਾਜ਼ ਠੱਪ ਕਰ ਦਿੱਤਾ ਹੈ। ਜਦੋਂਕਿ ਮਨਿਸਟਰੀਅਲ ਸਟਾਫ਼ ਯੂਨੀਅਨ ਨੇ ਵੀ ਰੀਡਰ ਤੇ ਨਾਇਬ ਤਹਿਸੀਲਦਾਰ ਦੀ ਬਹਾਲੀ ਨਾ ਕਰਨ ‘ਤੇ ਹੜਤਾਲ ਉਪਰ ਜਾਣ ਦੀ ਚੇਤਾਵਨੀ ਦੇ ਦਿੱਤੀ ਹੈ। ਜ਼ਿਲ੍ਹੇ ਦੇ ਮਾਲ ਵਿਭਾਗ ਦਾ ਕੰਮ ਪੂਰੀ ਤਰ੍ਹਾਂ ਠੱਪ ਹੋਣ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਵਲੋਂ ਮਾਮਲੇ ਨੂੰ ਠੰਢਾ ਕਰਨ ਲਈ ਮਾਲ ਐਸੋਸੀਏਸ਼ਨ ਦੇ ਅਹੁੱਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸਤੋਂ ਇਲਾਵਾ ਉਨ੍ਹਾਂ ਵਲੋਂ ਵਿਤ ਕਮਿਸ਼ਨਰ ਮਾਲ ਨਾਲ ਵੀ ਗੱਲਬਾਤ ਕੀਤੀ ਗਈ। ਉਧਰ ਮਾਲ ਐਸੋਸੀਏਨ ਦੇ ਆਗੂ ਤੇ ਜ਼ਿਲ੍ਹਾ ਮਾਲ ਅਫ਼ਸਰ ਬਲਕਰਨ ਸਿੰਘ ਮਾਹਲ ਨੇ ਕੰਮਕਾਜ਼ ਠੱਪ ਕਰਨ ਦੀ ਪੁਸ਼ਟੀ ਕਰਦਿਆਂ ਦਸਿਆ ਕਿ ‘‘ ਬਿਨ੍ਹਾਂ ਸਿਕਾਇਤ ਦੀ ਪੜਤਾਲ ਕਰਵਾਏ ਸਿੱਧਾ ਮੁਅੱਤਲੀ ਦਾ ਆਦੇਸ਼ ਗਲਤ ਹੈ, ਜਿਸਦੇ ਕਾਰਨ ਮਾਲ ਅਫ਼ਸਰਾਂ ਵਿਚ ਨਿਰਾਸ਼ਾ ਪੈਦਾ ਹੋਈ ਹੈ। ’’ ਉਨ੍ਹਾਂ ਕਿਹਾ ਕਿ ਉਹ ਦੋ ਦਿਨ ਦਫ਼ਤਰ ਆਉਣਗੇ ਪ੍ਰੰਤੂ ਕੰਮ ਨਹੀਂ ਕਰਨਗੇ। ਇਸੇ ਤਰ੍ਹਾਂ ਮਨਿਸਟਰੀਅਲ ਸਟਾਫ਼ ਯੂਨੀਅਨ ਦੇ ਆਗੂ ਕੁਲਦੀਪ ਸ਼ਰਮਾ ਆਦਿ ਨੇ ਵੀ ਜਾਰੀ ਇੱਕ ਪ੍ਰੈਸ ਨੋਟ ਵਿਚ ਦੋਨਾਂ ਮੁਲਾਜਮਾਂ ਨੂੰ ਸਿਆਸੀ ਦਬਾਅ ਹੇਠ ਮੁਅੱਤਲ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦੇ ਪਿੰਡ ਮਾਈਸਰਖਾਨਾ ਨਾਲ ਸਬੰਧਤ ਨਾਇਬ ਸਿੰਘ ਪੁੱਤਰ ਹਰਨੇਕ ਸਿੰਘ, ਬੂਟਾ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਜਗਸੀਰ ਸਿੰਘ ਪੁੱਤਰ ਤੇਜਾ ਸਿੰਘ ਵੱਲੋਂ ਇੱਕ ਗੁੰਗੀ ਔਰਤ ਦੇ ਮਾਮਲੇ ਵਿਚ ਗਲਤ ਤਰੀਕੇ ਨਾਲ ਤਹਿਸੀਲਦਾਰ ਅਤੇ ਰੀਡਰ ਹਰਦੇਵ ਸਿੰਘ ਉਪਰ ਦਬਾਅ ਬਣਾ ਕੇ ਗ਼ਲਤ ਵਸੀਕਾ ਤਸਦੀਕ ਕਰਵਾਉਣਾ ਚਾਹੁੰਦੇ ਸਨ। ਇਸਦੇ ਲਈ ਵਿਧਾਇਕਦੇ ਪਿਤਾ ਵਲੋਂ ਨਾਇਬ ਤਹਿਸੀਲਦਾਰ ਨੂੰ ਫ਼ੋਨ ਵੀ ਕੀਤਾ ਗਿਆ ਸੀ ਪ੍ਰੰਤੂ ਤਹਿਸੀਲਦਾਰ ਤੇ ਰੀਡਰ ਵਲੋਂ ਗਲਤ ਕੰਮ ਕਰਨ ਤੋਂ ਜਵਾਬ ਦੇਣ ਦੇ ਚੱਲਦੇ ਉਨ੍ਹਾਂ ਵਿਰੁਧ ਉਕਤ ਵਿਅਕਤੀਆਂ ਵਲੋਂ 9 ਮਈ ਨੂੰ ਸੂਬੇ ਦੇ ਮਾਲ ਮੰਤਰੀ ਨੂੰ ਰਜਿਸਟਰੀਆਂ ਕਰਨ ਸਮੇਂ ਤੰਗ ਪ੍ਰੇਸ਼ਾਨ ਕਰਨ ਅਤੇ ਕਥਿਤ ਤੌਰ ’ਤੇ ਰਿਸ਼ਵਤ ਮੰਗਣ ਦੇ ਦੋਸ਼ਾਂ ਵਾਲੀ ਸਿਕਾਇਤ ਭੇਜ ਦਿੱਤੀ ਗਈ।

ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਬੁੰਗਾ ਨਾਨਕਸਰ ਦੀ ਜ਼ਮੀਨ ਦੇ ਮਸਲੇ ਦਾ ਹੋਇਆ ਹੱਲ

ਕੇਸ ਵਾਲੀ ਜਮੀਨ ਗੁਰਦੂਆਰਿਆਂ ਨੂੰ ਛੱਡੀ, ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ’ਤੇ ਹੋਇਆ ਲਿਖਤੀ ਸਮਝੋਤਾ
ਸੁਖਜਿੰਦਰ ਮਾਨ
ਬਠਿੰਡਾ, 17 ਮਈ : ਪਿਛਲੇ ਕੁੱਝ ਦਿਨ ਤੋਂ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਸਥਿਤ ਗੁਰੂਦੁਆਰਾ ਨਾਨਕਸਰ ਬੁੰਗਾ(ਰਵੀਦਾਸੀਆਂ ਸਿੰਘਾਂ) ਅਤੇ ਗੁਰਦੂਆਰਾ ਬਾਬਾ ਬੀਰ ਸਿੰਘ ਧੀਰ ਸਿੰਘ ਅਤੇ ਇਸਦੇ ਅਧੀਨ ਵਾਹੀਯੋਗ ਜਮੀਨ ’ਤੇ ਕਬਜ਼ੇ ਨੂੰ ਲੈ ਕੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਅਤੇ ਦਲਿਤ ਸਮਾਜ ਵਿਚ ਪੈਦਾ ਹੋਇਆ ਟਕਰਾਅ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀ ਸੂਝਬੂਝ ਨਾਲ ਖ਼ਤਮ ਹੋ ਗਿਆ। ਮਸਲੇ ਦੇ ਹੱਲ ਲਈ ਲਗਾਤਰ ਪਿਛਲੇ ਦੋ ਦਿਨਾਂ ਤੋਂ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਦੋਨਾਂ ਧਿਰਾਂ ਨਾਲ ਹੋ ਰਹੀਆਂ ਮੀਟਿੰਗਾਂ ਤੋਂ ਬਾਅਦ ਅੱਜ ਆਖ਼ਰਕਾਰ ਸਮਝੋਤਾ ਹੋ ਗਿਆ। ਇਸ ਸਮਝੋਤੇ ਤਹਿਤ ਉਕਤ ਦੋਨਾਂ ਗੁਰਦੂਆਰਾ ਸਾਹਿਬ ਦਾ ਪ੍ਰਬੰਧ ਪਹਿਲਾਂ ਵਾਲੀਆਂ ਕਮੇਟੀਆਂ ਦੇ ਕੋਲ ਹੀ ਰਹੇਗਾ ਤੇ ਨਾਲ ਹੀ ਇੰਨ੍ਹਾਂ ਗੁਰਦੂਆਰਾ ਸਹਿਤ ਕੁੱਲ 15 ਕਨਾਲ 14 ਮਰਲੇ ਜਮੀਨ ਸ਼੍ਰੋਮਣੀ ਕਮੇਟੀ ਵਲੋਂ ਇੰਨ੍ਹਾਂ ਨੂੰ ਛੱਡੀ ਜਾਵੇਗੀ, ਜਦੋਂਕਿ ਇੰਨ੍ਹਾਂ ਗੁਰਦੂਆਰਾ ਸਾਹਿਬ ਕੋਲ ਇਸਤੋਂ ਬਾਅਦ ਬਚਦੀ ਵਾਹੀਯੋਗ ਜਮੀਨ ਹੁਣ ਕਮੇਟੀ ਦੇ ਪ੍ਰਬੰਧਾਂ ਹੇਠ ਹੋਵੇਗੀ। ਇਸ ਸਬੰਧ ਵਿਚ ਦੋਨਾਂ ਧਿਰਾਂ ਵਿਚਕਾਰ ਲਿਖਤੀ ਸਮਝੋਤਾ ਵੀ ਹੋਇਆ, ਜਿਸ ਉਪਰ ਦੋਨਾਂ ਧਿਰਾਂ ਵਲੋਂ ਦਸਖ਼ਤ ਕੀਤੇ ਗਏ। ਵੱਡੀ ਗੱਲ ਇਹ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਅਸਲ ਵਿਚ ਪਿਛਲੇ 23 ਸਾਲਾਂ ਤੋਂ ਇਸੇ ਜਮੀਨ ਨੂੰ ਲੈ ਕੇ ਹੀ ਅਦਾਲਤਾਂ ਵਿਚ ਕੇਸ ਲੜਿਆ ਜਾ ਰਿਹਾ ਸੀ। ਇਸ ਕੇਸ ਵਿਚ ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਫੈਸਲਾ ਕਮੇਟੀ ਦੇ ਹੱਕ ਵਿਚ ਕਰ ਦਿੱਤਾ ਗਿਆ ਸੀ। ਇਸ ਫੈਸਲੇ ਤਹਿਤ ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਦੀ ਜਮੀਨ ਉਪਰ ਕਬਜ਼ਾ ਕਰ ਲਿਆ ਗਿਆ ਸੀ ਜਿਸਦੇ ਵਿਰੋਧ ’ਚ ਉਕਤ ਦੋਨਾਂ ਗੁਰਦੂਆਰਾ ਸਾਹਿਬ ਦੀਆਂ ਕਮੇਟੀਆਂ ਤੋਂ ਇਲਾਵਾ ਦਲਿਤ ਸਮਾਜ ਖੜ੍ਹਾ ਹੋ ਗਿਆ ਸੀ। ਇਸ ਸਬੰਧ ਵਿਚ ਬੀਤੇ ਕੱਲ ਤਲਵੰਡੀ ਸਾਬੋ ਵਿਖੇ ਗੁਰਦੂਆਰਾ ਨਾਨਕਸਰ ਬੂੰਗਾ ਵਿਖੇ ਵੱਡਾ ਇਕੱਠ ਵੀ ਰੱਖਿਆ ਗਿਆ ਸੀ, ਜਿਸ ਵਿਚ ਵਿਸੇਸ ਤੌਰ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪੁੱਜੇ ਸਨ, ਜਿੰਨ੍ਹਾਂ ਇਸ ਮਸਲੇ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਵੀ ਕੀਤੀ ਸੀ ਕਿ ਸਿੱਖਾਂ ਦੇ ਇਸ ਅੰਦਰੂਨੀ ਮਸਲੇ ਨੂੰਨਿੱਜੀ ਦਖ਼ਲ ਦੇ ਕੇ ਹੱਲ ਕਰਵਾਉਣ। ਇਸ ਮਸਲੇ ’ਚ ਦਲਿਤ ਆਗੂਆਂ ਦੀ ਬਣੀ 11 ਮੈਂਬਰੀ ਐਕਸ਼ਨ ਕਮੇਟੀ ਨੇ ਵੀ ਐਲਾਨ ਕੀਤਾ ਸੀ ਕਿ ਜੇਕਰ ਅੱਜ ਜਾਣੀ 17 ਮਈ ਤੱਕ ਇਸ ਮਸਲੇ ਦਾ ਹੱਲ ਨਾ ਹੋਇਆ ਤਾਂ ਉਹ 22 ਨੂੰ ‘ਪੰਜਾਬ ਬੰਦ’ ਕਰਨਗੇ। ਇਸ ਮਸਲੇ ਦੇ ਹੱਲ ਲਈ ਅੱਜ ਡੀਸੀ ਤੇ ਐਸ.ਐਸ.ਪੀ ਵਲੋਂ ਪਹਿਲਾਂ ਵਿਵਾਦਤ ਜਗ੍ਹਾਂ ਦਾ ਦੌਰਾ ਵੀ ਕੀਤਾ ਗਿਆ ਸੀ। ਜਿਸਤੋਂ ਬਾਅਦ ਸਥਾਨਕ ਜ਼ਿਲ੍ਹਾ ਕੰਪਲੈਕਸ ਵਿਚ ਲਗਾਤਾਰ ਦੋਨਾਂ ਧਿਰਾਂ ਨਾਲ ਅਲੱਗ ਅਲੱਗ ਮੀਟਿੰਗਾਂ ਕਰਨ ਤੋਂ ਬਾਅਦ ਆਖਰ ਇਕੱਠੀ ਮੀਟਿੰਗ ਕਰਕੇ ਲਿਖ਼ਤੀ ਸਮਝੋਤਾ ਕਰਵਾਇਆ ਗਿਆ। ਇਸਦੀ ਪੁਸ਼ਟੀ ਬਾਅਦ ਵਿਚ ਕੀਤੀ ਪ੍ਰੈਸ ਕਾਨਫਰੰਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਅਤੇ ਦੂਜੀ ਧਿਰ ਦੇ ਕੁਲਦੀਪ ਸਿੰਘ ਸਰਦੂਲਗੜ੍ਹ ਸਹਿਤ ਹੋਰਨਾਂ ਮੈਂਬਰਾਂ ਨੇ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜ਼ਰ ਰਣਜੀਤ ਸਿੰਘ, ਗੁਰਦੂਆਰਾ ਹਾਜ਼ੀਰਤਨ ਸਾਹਿਬ ਦੇ ਮੈਨੇਜ਼ਰ ਸੁਮੇਰ ਸਿੰਘ ਤੋਂ ਇਲਾਵਾ ਦੂਜੀ ਧਿਰ ਦੇ ਕੁਲਦੀਪ ਸਿੰਘ ਸਰਦੂਲਗ੍ਹੜ, ਜਗਦੀਪ ਸਿੰਘ ਗੋਗੀ, ਕਿਰਨਜੀਤ ਸਿੰਘ ਗਹਿਰੀ, ਜਸਵੀਰ ਸਿੰਘ ਮਹਿਰਾਜ਼, ਨਿਹੰਗ ਸਰਬਜੀਤ ਸਿੰਘ ਆਦਿ ਵੀ ਮੌਜੂਦ ਸਨ।

ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਮਈ: ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 2 ਮਈ ਤੋਂ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ ਦਿੱਤਾ ਹੈ ਜੋ 15 ਜੁਲਾਈ ਤੱਕ ਲਾਗੂ ਰਹੇਗਾ। ਜੌੜਾਮਾਜਰਾ ਨੇ ਸਰਕਾਰ ਦੇ ਇਸ ਭਵਿੱਖਮੁਖੀ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ, ਉਦੋਂ ਤੋਂ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਵੀ ਖੁਸ਼ ਹਨ। ਉਨ੍ਹਾ ਕਿਹਾ ਕਿ ਪੰਜਾਬੀ ਲੋਕ ਪੁਰਾਣੇ ਸਮਿਆਂ ਤੋਂ ਹੀ ਸਵੇਰੇ ਜਲਦੀ ਉੱਠਦੇ ਰਹੇ ਹਨ ਅਤੇ ਸਰਕਾਰ ਦਾ ਇਹ ਕਦਮ ਉਨ੍ਹਾਂ ਨੂੰ ਫਿਰ ਤੋਂ ਇਹ ਚੰਗੀਆਂ ਆਦਤਾਂ ਪਾਉਣ ਵਿੱਚ ਸਹਾਈ ਸਿੱਧ ਹੋਵੇਗਾ।ਇਸ ਕਦਮ ਦੇ ਫਾਇਦਿਆਂ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਤਬਦੀਲੀ ਇੱਕ ਵਿਗਿਆਨਕ ਅਤੇ ਵਾਤਾਵਰਣ ਅਨੁਕੂਲ ਫੈਸਲਾ ਹੈ ਜਿਸ ਨਾਲ ਜ਼ਿਆਦਾਤਰ ਕੰਮ ਦਿਨ ਵੇਲੇ ਹੀ ਨੇਪਰੇ ਚੜ੍ਹਨ ਨਾਲ ਬਿਜਲੀ ਦੀ ਕਾਫ਼ੀ ਬੱਚਤ ਹੋਵੇਗੀ। ਜ਼ਿਆਦਾਤਰ ਵਿਕਸਿਤ ਦੇਸ਼ਾਂ ਵਿੱਚ ਇਹੀ ਰੁਝਾਨ ਅਪਣਾਇਆ ਜਾਂਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਵਿੱਚ ਦਿਨ ਜਲਦੀ ਸ਼ੁਰੂ ਹੁੰਦਾ ਹੈ।ਜੌੜਾਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਇਆ ਹੈ ਕਿਉਂਕਿ ਪੰਜਾਬ ਸਰਕਾਰ ਦੇ ਦਫਤਰਾਂ ਦਾ ਸਮਾਂ ਯੂਟੀ ਜਾਂ ਕੇਂਦਰ ਸਰਕਾਰ ਦੇ ਦਫਤਰਾਂ ਦੇ ਸਮੇਂ ਤੋਂ ਵੱਖੋ-ਵੱਖਰਾ ਹੋਣ ਕਰਕੇ ਸਵੇਰੇ 9:00 ਵਜੇ ਜਾਂ ਸ਼ਾਮ 5:00 ਵਜੇ ਦੇ ਸਮੇਂ ਦੌਰਾਨ ਟਰੈਫਿਕ ਬਹੁਤ ਘੱਟ ਗਿਆ ਹੈ ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਖਾਲੀ ਹੋ ਗਈ ਹੈ।ਇਸ ਫੈਸਲੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਟ?ਰੈਫਿਕ ਪੁਲਿਸ ਨੂੰ ਸਭ ਤੋਂ ਵੱਧ ਰਾਹਤ ਮਿਲੀ ਹੈ ਕਿਉਂਕਿ ਇਸ ਵਿਰਾਸਤੀ ਸ਼ਹਿਰ ਲਈ ਟਰੈਫਿਕ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।ਇਸ ਸਮੱਸਿਆ ਨੂੰ ਹੱਲ ਕਰਨ ਲਈ ਨੀਤੀਗਤ ਯੋਜਨਾਬੰਦੀ ਜਾਂ ਬੁਨਿਆਦੀ ਢਾਂਚੇ ਦੇ ਬਦਲਾਅ ਦੇ ਰੂਪ ਵਿਚ ਕਰੋੜਾਂ ਰੁਪਏ ਖਰਚ ਹੋ ਸਕਦੇ ਸਨ ਪਰ ਭਗਵੰਤ ਮਾਨ ਦੇ ਇਤਿਹਾਸਕ ਫੈਸਲੇ ਨੇ ਸਾਲਾਂ ਦੀ ਇਸ ਸਮੱਸਿਆ ਨੂੰ ਸਕਿੰਟਾਂ ਵਿੱਚ ਹੱਲ ਕਰ ਦਿੱਤਾ ਹੈ ਜਿਸ ਨਾਲ ਵੱਡੇ ਪੱਧਰ ’ਤੇ ਪੈਸੇ ਦੀ ਬੱਚਤ ਵੀ ਹੋਈ ਹੈ।ਆਪਣੇ ਸਮਾਪਤੀ ਭਾਸ਼ਣ ਦੌਰਾਨ ਜੌੜਾਮਾਜਰਾ ਨੇ ਕਿਹਾ ਕਿ ਉਹ ਇਸ ਫੈਸਲੇ ਦੇ ਪ੍ਰਭਾਵ ਦਾ ਜਾਇਜ਼ਾ ਲੈਣ ਲਈ ਸਵੇਰੇ ਸਵੇਰੇ ਬਾਹਰ ਨਿਕਲੇ ਅਤੇ ਮੁਲਾਜ਼ਮਾਂ ਸਮੇਤ ਆਮ ਲੋਕਾਂ ਨਾਲ ਗੱਲਬਾਤ ਕਰਕੇ ਇਸ ਸਬੰਧੀ ਫੀਡਬੈਕ ਲਈ।

ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ ’ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ

0

ਹੋਰ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਪਛਾਣ ਕਰਨ ਦੀ ਲੋੜ ’ਤੇ ਦਿੱਤਾ ਜ਼ੋਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਮਈ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ’ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸ਼ਨਾਖਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਅਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸ਼ਨਾਖਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਆਪਣੇ ਪੱਧਰ ’ਤੇ ਗਊਸ਼ਾਲਾਵਾਂ ਦਾ ਪ੍ਰਬੰਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਅਦਾਰਿਆਂ ਲਈ ਵਿੱਤੀ ਮਦਦ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹੋਰ ਸੰਸਥਾਵਾਂ ਵੀ ਇਸ ਕਾਰਜ ਲਈ ਪ੍ਰੇਰਿਤ ਹੋਣ।ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਘਰੇਲੂ ਪਸ਼ੂਆਂ ਦੇ ਸਰਵੇਖਣ ਅਤੇ ਚਿਪ ਲਗਾਉਣ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜ਼ਮੀਨ ਦੀ ਘਾਟ ਕਾਰਨ ਸ਼ਹਿਰੀ ਸਥਾਨਕ ਸਰਕਾਰਾਂ ਗਊਸ਼ਾਲਾਵਾਂ ਨੂੰ ਸਾਂਝੇ ਤੌਰ ’ਤੇ ਵਿਕਸਤ ਕਰਨ ਲਈ ਜ਼ਮੀਨ ਲੱਭਣ ਵਾਸਤੇ ਆਪਣੀਆਂ ਗੁਆਂਢੀ ਪੇਂਡੂ ਪੰਚਾਇਤਾਂ ਨਾਲ ਮਿਲ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗਊਸ਼ਾਲਾਵਾਂ ਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫੰਡ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਸਾਂਝੇ ਯਤਨ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋਣਗੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਸ਼ੇਸ਼ ਸਕੱਤਰ ਵਿੱਤ ਸ੍ਰੀ ਯਸ਼ਨਜੀਤ ਸਿੰਘ ਵੀ ਹਾਜ਼ਰ ਸਨ।

ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ

0

ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ
ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 16 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਜਲੰਧਰ ਦੇ ਵੋਟਰਾਂ ਨੇ ਸੂਬਾ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਅਤੇ ਨਫ਼ਰਤੀ ਰਾਜਨੀਤੀ ਦੇ ਪ੍ਰਾਪੇਗੰਡਾ ਨੂੰ ਰੱਦ ਕੀਤਾ। ਇੱਥੇ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਸੰਸਦੀ ਹਲਕੇ ਦੇ ਵੋਟਰਾਂ ਨੇ ਸਕੂਲ ਆਫ ਐਮੀਨੈਂਸ, ਆਮ ਆਦਮੀ ਕਲੀਨਿਕਾਂ, ਬੇਮਿਸਾਲ ਵਿਕਾਸ ਤੇ ਲੋਕਾਂ ਦੀ ਭਲਾਈ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਵਿਕਾਸ ਦੇ ਨਾਮ ਉਤੇ ਵੋਟਾਂ ਮੰਗੀਆਂ ਸਨ, ਜਦੋਂ ਕਿ ਵਿਰੋਧੀਆਂ ਨੇ ਜਾਤ ਤੇ ਫਿਰਕਿਆਂ ਦੇ ਨਾਮ ਉਤੇ ਵੋਟਾਂ ਮੰਗੀਆਂ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਿੱਤ ਨੇ ਉਨ੍ਹਾਂ ਨੂੰ ਹੋਰ ਜ਼ਿਆਦਾ ਸਮਰਪਣ ਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਨਵੇਂ ਚੁਣੇ ਹੋਏ ਸੰਸਦ ਮੈਂਬਰ ਨੇ ਸਹੁੰ ਵੀ ਨਹੀਂ ਚੁੱਕੀ ਪਰ ਸਾਡੀ ਸਰਕਾਰ ਨੇ ਜਲੰਧਰ ਦੇ ਵਿਆਪਕ ਵਿਕਾਸ ਲਈ ਖਾਕਾ ਪਹਿਲਾਂ ਹੀ ਤਿਆਰ ਕਰ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਲਈ ਭਲਕੇ ਜਲੰਧਰ ਦਾ ਦੌਰਾ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਜ਼ਿੱਦੀ ਆਗੂ ਪਿਛਲੇ ਕਈ ਦਹਾਕਿਆਂ ਤੋਂ ਸੱਤਾ ਵਿੱਚ ਰਹਿਣ ਕਾਰਨ ਹੰਕਾਰੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਇਹ ਆਗੂ ਪਿਛਲੇ ਕਈ ਸਾਲਾਂ ਤੋਂ ਲੋਕਾਂ ਨੂੰ ਭਰਮਾ ਰਹੇ ਸਨ ਪਰ ਹੁਣ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸਿਆਸਤ ਵਿੱਚ ਹਰੇਕ ਨੈਤਿਕਤਾ ਨੂੰ ਛਿੱਕੇ ਟੰਗ ਦਿੱਤਾ ਅਤੇ ਆਪਣੇ ਨਿੱਜੀ ਸਵਾਰਥਾਂ ਲਈ ਬਹੁਤ ਜ਼ਿਆਦਾ ਡਿੱਗ ਗਏ।ਮੁੱਖ ਮੰਤਰੀ ਨੇ ਟਿੱਪਣੀ ਕੀਤੀ ਕਿ ਅਜਿਹੇ ਲੋਕ ਮਹੱਤਵ ਵਾਲੇ ਸਮਾਰੋਹ ਪਿਛਲੀਆਂ ਸਰਕਾਰਾਂ ਦੌਰਾਨ ਕਾਫ਼ੀ ਮੁਸ਼ਕਲ ਨਾਲ ਹੁੰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ ਅਤੇ ਸਰਕਾਰ ਵੱਲੋਂ ਅਜਿਹੇ ਪ੍ਰਾਜੈਕਟ ਲਗਾਤਾਰ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਜਿਹੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰ ਕੇ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮੁੜ ਨੰਬਰ ਇਕ ਬਣਨ ਦੇ ਰਾਹ ਉਤੇ ਹੈ ਕਿਉਂਕਿ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨਿੱਤ ਨਵੇਂ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਜਦੋਂ ਨੀਤੀਆਂ ਲੋਕਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰ ਕੇ ਬਣਾਈਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਫ਼ੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੇ ਪਹਿਲੀ ਵਾਰ ਨਰਮੇ ਦੀ ਫ਼ਸਲ ਨਹਿਰੀ ਪਾਣੀ ਨਾਲ ਬੀਜੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਬਚਾਉਣ ਲਈ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਪੰਜਾਬ ਵਿੱਚ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਹੋਵੇਗੀ ਅਤੇ ਸੂਬੇ ਭਰ ਵਿੱਚ 10 ਜੂਨ ਤੋਂ ਇਲਾਵਾ 16, 19 ਤੇ 21 ਜੂਨ ਨੂੰ ਝੋਨੇ ਦੀ ਲਵਾਈ ਦੀ ਇਜਾਜ਼ਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਵਾਈ ਵਾਸਤੇ ਪੰਜਾਬ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ।ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੁੱਟਵੇਂ ਢੰਗ ਨਾਲ ਝੋਨੇ ਦੀ ਲਵਾਈ ਹੋਣ ਕਾਰਨ ਸਿੰਜਾਈ ਦੀਆਂ ਸਹੂਲਤਾਂ ਨੂੰ ਸੁਚਾਰੂ ਕਰਨ ਵਿੱਚ ਮਦਦ ਮਿਲੇਗੀ। ਪਹਿਲੇ ਪੜਾਅ ਵਿੱਚ ਕੌਮਾਂਤਰੀ ਸਰਹੱਦ ਨੇੜੇ ਤਾਰ ਤੋਂ ਪਾਰ 10 ਜੂਨ ਤੋਂ ਝੋਨਾ ਲਾਇਆ ਜਾਵੇਗਾ, ਜਿਸ ਲਈ ਕਿਸਾਨਾਂ ਨੂੰ ਬਾਕਾਇਦਾ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ, ਫ਼ਿਰੋਜ਼ਪੁਰ, ਫ਼ਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਤਰਨ ਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਤੀਜੇ ਪੜਾਅ ਵਿੱਚ ਰੂਪਨਗਰ, ਐਸ.ਏ.ਐਸ. ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਤੇ ਅੰਮ੍ਰਿਤਸਰ ਸਮੇਤ ਸੱਤ ਜ਼ਿਲ੍ਹਿਆਂ ਵਿੱਚ 19 ਜੂਨ ਤੋਂ ਝੋਨੇ ਦੀ ਲਵਾਈ ਤੀਜੇ ਗੇੜ ਵਿੱਚ ਹੋਵੇਗੀ, ਜਦੋਂ ਕਿ ਬਾਕੀ ਬਚਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਤੇ ਮਾਨਸਾ ਵਿੱਚ 21 ਜੂਨ ਤੋਂ ਝੋਨੇ ਦੀ ਲਵਾਈ ਹੋਵੇਗੀ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਆਪਣੇ ਜੱਦੀ ਸ਼ਹਿਰ ਵਿੱਚ ਨਹੀਂ ਆਏ। ਭਗਵੰਤ ਮਾਨ ਨੇ ਕਿਹਾ ਕਿ ਉਹ ਕਾਰਜਭਾਰ ਸੰਭਾਲਣ ਤੋਂ ਬਾਅਦ ਇਸ ਸ਼ਾਹੀ ਸ਼ਹਿਰ ਵਿੱਚ ਮਹਾਰਾਜਾ ਪਟਿਆਲਾ ਦੇ ਸਮੁੱਚੇ ਕਾਰਜਕਾਲ ਵਿੱਚ ਮਾਰੇ ਗੇੜਿਆਂ ਨਾਲੋਂ ਵੱਧ ਵਾਰ ਆਏ ਹਨ। ਉਨ੍ਹਾਂ ਕਿਹਾ ਕਿ ਇਸੇ ਤਬਦੀਲੀ ਲਈ ਲੋਕਾਂ ਨੇ ਵਿਕਾਸ-ਪੱਖੀ ਸਰਕਾਰ ਨੂੰ ਚੁਣਿਆ ਸੀ।ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਮਝਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਇਸ ਕਾਰਨ ਹੀ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਪੰਜਾਬ ਦਾ ਕੰਮਕਾਜ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਗੁਮਰਾਹਕੁਨ ਪ੍ਰਚਾਰ ਨੂੰ ਚੰਗੀ ਤਰ੍ਹਾਂ ਸਮਝਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਨਾਂਹ-ਪੱਖੀ ਪ੍ਰਚਾਰ ਨੂੰ ਸਿਰੇ ਤੋਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੇ ਸੂਬੇ ਦੀ ਲੋਕ-ਪੱਖੀ ਸਰਕਾਰ ਵਿਰੁੱਧ ਹੱਥ ਮਿਲਾ ਲਿਆ ਪਰ ਲੋਕਾਂ ਨੇ ਉਨ੍ਹਾਂ ਨੂੰ ਸਬਕ ਸਿਖਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਦੇ ਫੈਸਲੇ ਦੀ ਵਿਸ਼ਵ ਭਰ ਵਿੱਚ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕਦਮ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਾਉਣ ਦੇ ਯੋਗ ਹੋਈ ਹੈ ਅਤੇ ਆਪਣੀ ਤਰ੍ਹਾਂ ਦੇ ਇਸ ਨਿਵੇਕਲੇ ਕਦਮ ਤਹਿਤ 50 ਕਰੋੜ ਰੁਪਏ ਬਚਣਗੇ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਇਸ ਫੈਸਲੇ ਨਾਲ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਮਦਦ ਮਿਲੀ ਹੈ ਅਤੇ ਇਕ ਸਰਵੇਖਣ ਵਿੱਚ ਪਤਾ ਚੱਲਿਆ ਕਿ ਇਸ ਨਾਲ ਮੋਹਾਲੀ ਦੀ ਇਕ ਏਅਰਪੋਰਟ ਰੋਡ ਉਤੇ ਰੋਜ਼ਾਨਾ ਸੱਤ ਹਜ਼ਾਰ ਲੀਟਰ ਤੇਲ ਦੀ ਖਪਤ ਘਟੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਸਿਰਫ਼ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ ਨਾ ਕਿ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਪੁਰਖਿਆਂ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਤੋਂ ਬਾਅਦ ਜਨਰਲ ਡਾਇਰ ਨੂੰ ਸਨਮਾਨਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਡਰੱਗ ਮਾਫੀਆ ਦੀ ਸਰਪ੍ਰਸਤੀ ਕਰਦੇ ਰਹੇ ਹਨ ਅਤੇ ਇਸ ਸਮੇਂ ਆਪਣੇ ਗੁਨਾਹਾਂ ਲਈ ਜ਼ਮਾਨਤ ’ਤੇ ਹਨ, ਉਨ੍ਹਾਂ ਨੂੰ ਕੋਈ ਵੀ ਸਵਾਲ ਪੁੱਛਣ ਦਾ ਨੈਤਿਕ ਹੱਕ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਅਖੌਤੀ ਕਾਨਵੈਂਟ ਸਕੂਲਾਂ ਦੇ ਪੜ੍ਹੇ-ਲਿਖੇ ਲੀਡਰਾਂ ਨੂੰ ਕਿਸੇ ਨਾਲ ਗੱਲ ਕਰਨ ਦਾ ਸਲੀਕਾ ਵੀ ਨਹੀਂ ਹੈ, ਜਿਸ ਕਾਰਨ ਉਹ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਗਲਤ ਭਾਸ਼ਾ ਦੀ ਵਰਤੋਂ ਕਰਦੇ ਹਨ, ਜੋ ਕਿ ਅਣਉਚਿਤ ਅਤੇ ਗੈਰਵਾਜਬ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਵਾਸੀਆਂ ਨੂੰ ਵਿਸਾਰ ਦਿੱਤਾ ਸੀ ਅਤੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕਦਮ ਚੁੱਕੇ ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਮੁੱਢਲੀਆਂ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦਾ ਕਾਰਜ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਹਾ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਕੋਈ ਨਹੀਂ ਰੋਕ ਸਕਦਾ ਅਤੇ ਉਹ ਏਸੇ ਤਰ੍ਹਾਂ ਉਨ੍ਹਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਨਅਤਾਂ ਲਈ ਵਿਸ਼ੇਸ਼ ਤੌਰ ਉਤੇ ਹਰੇ ਰੰਗ ਦਾ ਸਟੈਂਪ ਪੇਪਰ ਲਾਗੂ ਕਰਨ ਦਾ ਫੈਸਲਾ ਅਮਲ ਵਿਚ ਲਿਆਂਦਾ ਅਤੇ ਇਸ ਨੇਕ ਉਪਰਾਲੇ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸੂਬੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਏਸੇ ਉਦੇਸ਼ ਨੂੰ ਸਮਰਪਿਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੇ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਲਾਗੂ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਕ ਸਾਲ ਪਹਿਲਾਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਲੈਕਟ?ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਦਾ ਬਟਨ ਦਬਾ ਕੇ ਸੱਤਾ ਵਿੱਚ ਲਿਆਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਇਕ ਸਾਲ ਦੇ ਅੰਦਰ ਉਹ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰੋਜੈਕਟ ਸਮਰਪਿਤ ਕਰਨ ਲਈ ਰੋਜ਼ਾਨਾ ਚਾਰ-ਪੰਜ ਬਟਨ ਦਬਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਕ ਵੱਡੀ ਲੋਕ ਪੱਖੀ ਪਹਿਲਕਦਮੀ ਵਜੋਂ ਸੂਬਾ ਸਰਕਾਰ ਨੇ ’ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਅਧਿਕਾਰੀ ਖਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਆਪਣੇ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣ ਕੇ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਕਾਜ ਨੂੰ ਆਸਾਨੀ ਨਾਲ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।ਮੁੱਖ ਮੰਤਰੀ ਨੇ ਕਿਹਾ ਕਿ ਏਸੇ ਪ੍ਰੋਗਰਾਮ ਤਹਿਤ ਪਹਿਲਾਂ ਲੁਧਿਆਣਾ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਈ ਸੀ ਅਤੇ ਹੁਣ ਭਲਕੇ ਜਲੰਧਰ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਘਰ-ਘਰ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਬਣਿਆ ਬੱਸ ਸਟੈਂਡ ਲਿਫਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਉਨ੍ਹਾਂ ਦੱਸਿਆ ਕਿ 61 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਸਟੈਂਡ ਵਿੱਚ ਲੋਕਾਂ ਦੀ ਸਹੂਲਤ ਲਈ 45 ਕਾਊਂਟਰ ਹਨ ਅਤੇ ਮੌਜੂਦਾ ਬੱਸ ਸਟੈਂਡ ਨੂੰ ਸਿਟੀ ਬੱਸ ਸਟੈਂਡ ਵਜੋਂ ਵਰਤਿਆ ਜਾਵੇਗਾ ਜਿੱਥੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਇਲੈਕਟਰੀਕਲ ਸ਼ਟਲ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ।ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ਬੱਸ ਸਟੈਂਡ ਦੀ ਤਰਜ਼ ’ਤੇ ਸੂਬੇ ਭਰ ਵਿੱਚ ਅਜਿਹੇ ਹੋਰ ਬੱਸ ਸਟੈਂਡ ਬਣਾਏ ਜਾਣਗੇ।ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਲਾਲਜੀਤ ਸਿੰਘ ਭੁੱਲਰ ਅਤੇ ਡਾ: ਬਲਬੀਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।

ਭਾਸ਼ਾ ਵਿਭਾਗ ਬਠਿੰਡਾ ਵੱਲੋਂ ਕਵਿਤਾ ਕਾਰਜਸ਼ਾਲਾ ਆਯੋਜਿਤ

ਸੁਖਜਿੰਦਰ ਮਾਨ
ਬਠਿੰਡਾ, 16 ਮਈ : ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਦੀ ਅਗਵਾਈ ਚ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਵਿਤਾ ਕਾਰਜਸ਼ਾਲਾ ਪੰਜਾਬੀ ਯੂਨੀਵਰਸਿਟੀ ਕੈਂਪਸ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਆਯੋਜਿਤ ਕੀਤੀ ਗਈ। ਇਸ ਕਾਰਜਸ਼ਾਲਾ ਵਿਚ ਵਿਸ਼ੇਸ਼ੱਗ ਵਜੋਂ ਪੰਜਾਬੀ ਦੇ ਸਮਰੱਥ ਸ਼ਾਇਰ ਜਗਵਿੰਦਰ ਜੋਧਾ ਅਤੇ ਸ਼ਾਇਰਾ ਸਿਮਰਨ ਅਕਸ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜਸਬੀਰ ਸਿੰਘ ਹੁੰਦਲ ਨੇ ਮੁੱਖ ਮਹਿਮਾਨ ਤੇ ਕੈਂਪਸ ਦੇ ਭਾਸ਼ਾਵਾਂ ਵਿਭਾਗ ਦੇ ਮੁਖੀ ਡਾ ਕੁਮਾਰ ਸੁਸ਼ੀਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਆਪਣੇ ਸਵਾਗਤੀ ਭਾਸ਼ਣ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਕਿ ਇਹੋ ਜਿਹੀਆਂ ਕਾਰਜਸ਼ਾਲਾਵਾਂ ਰਾਹੀਂ ਸਮਰੱਥ ਸਾਹਿਤਕਾਰਾਂ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕਰਨਾ ਹੀ ਭਾਸ਼ਾ ਵਿਭਾਗ ਪੰਜਾਬ ਦਾ ਮੁੱਖ ਮੰਤਵ ਹੈ ਤਾਂ ਜੋ ਵਿਦਿਆਰਥੀ ਸਾਹਿਤ ਦੀਆਂ ਬਾਰੀਕੀਆਂ ਤੋਂ ਜਾਣੂ ਹੋ ਸਕਣ।ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ. ਜਸਬੀਰ ਸਿੰਘ ਹੁੰਦਲ ਨੇ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਭਵਿੱਖ ਚ ਵੀ ਅਜਿਹੀਆਂ ਕਾਰਜਸ਼ਾਲਾਵਾਂ ਲਈ ਹਮੇਸ਼ਾਂ ਸਹਿਯੋਗ ਦੇਣ ਦਾ ਵਾਇਦਾ ਕੀਤਾ।ਇਸ ਦੌਰਾਨ ਕਾਰਜਸ਼ਾਲਾ ਦੇ ਪਹਿਲੇ ਵਿਸ਼ੇਸ਼ੱਗ ਵਜੋਂ ਸ਼ਾਇਰਾ ਸਿਮਰਨ ਅਕਸ ਨੇ ਕਵਿਤਾ ਦੇ ਪੁੰਘਰਨ ਤੋਂ ਲੈ ਕੇ ਸਫ਼ਿਆਂ ਤੱਕ ਦੇ ਸਫ਼ਰ ਦੀ ਚਰਚਾ ਕੀਤੀ ਅਤੇ ਆਪਣੀਆਂ ਕੁਝ ਨਜ਼ਮਾਂ ਵੀ ਸਾਂਝੀਆਂ ਕੀਤੀਆਂ। ਦੂਜੇ ਵਿਸ਼ੇਸ਼ੱਗ ਸ਼ਾਇਰ ਜਗਵਿੰਦਰ ਜੋਧਾ ਨੇ ਖ਼ੂਬਸੂਰਤ ਉਦਾਹਰਨਾਂ ਨਾਲ? ਕਵਿਤਾ ਦੀ ਬਣਤਰ ਅਤੇ ਬੁਣਤਰ ਬਾਬਤ ਤਫ਼ਸੀਲ ’ਚ ਸਮਝਾਇਆ। ਇਸ ਮੌਕੇ ਡਾ. ਕੁਮਾਰ ਸੁਸ਼ੀਲ ਨੇ ਆਏ ਹੋਏ ਵਿਸ਼ੇਸ਼ੱਗਾਂ ਤੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸੰਸਥਾ ਹਮੇਸ਼ਾਂ ਹੀ ਅਜਿਹੇ ਸਾਹਿਤਕ ਪ੍ਰੋਗਰਾਮ ਕਰਵਾਉਣ ਲਈ ਕਾਰਜਸ਼ੀਲ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਾਹਿਤ ਦੀ ਚੇਟਕ ਲੱਗ ਸਕੇ। ਇਸ ਦੌਰਾਨ ਵਿਦਿਆਰਥੀਆਂ ਨੇ ਵੀ ਮੌਲਿਕ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ।ਪ੍ਰੋਗਰਾਮ ਮੌਕੇ ਮੰਚ ਸੰਚਾਲਨ ਸਹਾਇਕ ਪ੍ਰੋਫੈਸਰ ਪੰਜਾਬੀ ਸਤਿਨਾਮ ਸਿੰਘ ਵਾਹਿਦ ਤੇ ਪ੍ਰੋ: ਸੁਖਜਿੰਦਰ ਕੌਰ ਨੇ ਕੀਤਾ। ਇਸ ਮੌਕੇ ਸੰਸਥਾ ਦੇ ਸੋਸ਼ਲ ਸਾਇੰਸ ਦੇ ਮੁਖੀ ਪ੍ਰੋ: ਅਮਨਦੀਪ ਸੇਖੋਂ, ਖੋਜ ਅਫ਼ਸਰ ਨਵਪ੍ਰੀਤ ਸਿੰਘ, ਲੈਕਚਰਾਰ ਪੰਜਾਬੀ ਮਨਦੀਪ ਸਿੰਘ ਅਤੇ ਕੈਂਪਸ ਦਾ ਸਮੂਹ ਸਟਾਫ਼ ਮੌਜੂਦ ਰਿਹਾ

ਪੰਜਾਬ ਸਰਕਾਰ ਵਲੋਂ ਮੋੜ ਮੰਡੀ ਦਾ ਨਾਇਬ ਤਹਿਸੀਲਦਾਰ ਮੁਅੱਤਲ

0

ਸੁਖਜਿੰਦਰ ਮਾਨ
ਬਠਿੰਡਾ, 16 ਮਈ :ਅੱਜ ਦੇਰ ਸ਼ਾਮ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੀ ਤਹਿਸੀਲ ਮੋੜ ਵਿਖੇ ਤੈਨਾਤ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਮੁਅੱਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਬੇ ਦੇ ਪ੍ਰਮੁੱਖ ਸਕੱਤਰ ਮਾਲ ਕੇ.ਏ.ਪੀ ਸਿਨਹਾ ਵਲੋਂ ਜਾਰੀ ਮੁਅੱਤਲੀ ਦੇ ਹੁਕਮਾਂ ’ਚ ਉਨ੍ਹਾਂ ਦਾ ਹੈਡਕੁਆਟਰ ਬਠਿੰਡਾ ਬਣਾਇਆ ਗਿਆ ਹੈ। ਸੂਤਰਾਂ ਮੁਤਾਬਕ ਉਕਤ ਤਹਿਸੀਲਦਾਰ ਦੇ ਵਿਰੁਧ ਲੰਘੀ 9 ਮਈ ਨੂੰ ਦੋ ਵਿਅਕਤੀਆਂ ਵਲੋਂ ਸੂਬੇ ਦੇ ਮਾਲ ਮੰਤਰੀ ਨੂੰ ਰਜਿਸਟਰੀਆਂ ਕਰਨ ਸਮੇਂ ਤੰਗ ਪ੍ਰੇਸ਼ਾਨ ਕਰਨ ਅਤੇ ਕਥਿਤ ਤੌਰ ’ਤੇ ਰਿਸ਼ਵਤ ਮੰਗਣ ਦੇ ਦੋਸ਼ਾਂ ਵਾਲੀ ਸਿਕਾਇਤ ਭੇਜੀ ਸੀ, ਜਿਸ ਉਪਰ ਹੁਣ ਇਹ ਕਾਰਵਾਈ ਕੀਤੀ ਗਈ ਹੈ।ਹਾਲਾਂਕਿ ਸੰਪਰਕ ਕਰਨ ‘ਤੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੇ ਖੁਦ ਅਪਣੀ ਮੁਅੱਤਲੀ ਦੇ ਪਿੱਛੇ ਕਾਰਨਾਂ ਤੋਂ ਅਣਜਾਣਤਾ ਜਾਹਰ ਕੀਤੀ ਹੈ ਪ੍ਰੰਤੂ ਪਤਾ ਲੱਗਿਆ ਹੈ ਕਿ 9 ਮਈ ਨੂੰ ਤਹਿਸੀਲ ’ਚ ਵਾਪਰੀ ਇੱਕ ਘਟਨਾ ਦੌਰਾਨ ਮੀਟਿੰਗ ਵਿਚ ਉਲਝੇ ਉਕਤ ਤਹਿਸੀਲਦਾਰ ਵਲੋਂ ਵਿਧਾਇਕ ਦੇ ਇੱਕ ਨਜਦੀਕੀ ਦੇ ਨਾਲ ਫ਼ੋਨ ’ਤੇ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ ਸੀ, ਜੋ ਉਸਨੂੰ ਮਹਿੰਗਾ ਪੈ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਮੁਅੱਤਲ ਕੀਤੇ ਗਏ ਨਾਇਬ ਤਹਿਸੀਲਦਾਰ ਦੇ ਪਿਛਲੇ ਕੁੱਝ ਸਮੇਂ ਤੋਂ ਹਲਕਾ ਵਿਧਾਇਕ ਨਾਲ ‘ਚੱਕਰ’ ਨਹੀਂ ਮਿਲ ਰਹੇ ਸਨ, ਜਿਸਦੇ ਚੱਲਦੇ ਉਸਦੇ ਵਿਰੁਧ ਇਹ ਵੱਡੀ ਕਾਰਵਾਈ ਹੋਈ ਹੈ। ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਉਨ੍ਹਾਂ ਦਾ ਮੁਅੱਤਲੀ ਅਧੀਨ ਹੈਡਕੁਆਟਰ ਬਠਿੰਡਾ ਰਹੇਗਾ।

ਗੁਰਦੁਆਰਾ ਬੁੰਗਾ ਨਾਨਕਸਰ ਦੀ ਜ਼ਮੀਨ ’ਤੇ ਸ਼੍ਰੋਮਣੀ ਕਮੇਟੀ ਦੇ ਕਬਜ਼ੇ ਦਾ ਮਾਮਲਾ ਗਰਮਾਇਆ

ਡੀਸੀ ਤੇ ਐਸ.ਐਸ.ਪੀ ਵਲੋਂ ਦੋਵਾਂ ਧਿਰਾਂ ਨਾਲ ਕੀਤੀ ਮੀਟਿੰਗ ਵਿਚ ਨਿਕਲਿਆਂ ਕੋਈ ਸਿੱਟਾ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਹਿਤ ਪੰਜਾਬ ਭਰ ਤੋਂ ਇਕੱਠਾ ਹੋਇਆ ਦਲਿਤ ਭਾਈਚਾਰਾ
ਸੁਖਜਿੰਦਰ ਮਾਨ
ਬਠਿੰਡਾ, 16 ਮਈ : ਕੁੱਝ ਦਿਨ ਪਹਿਲਾਂ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫ਼ੋਰਸ ਵਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਗਲਿਆਰੇ ਦੇ ਨਾਲ ਪੈੇਂਦੇ ਇਤਿਹਾਸਕ ਗੁਰਦੁਆਰਾ ਬੁੰਗਾ ਨਾਨਕਸਰ (ਰਵਿਦਾਸੀਆ ਸਿੰਘਾਂ) ਦੀ ਜਮੀਨ ਉਪਰ ਕਬਜ਼ਾ ਕਰਨ ਅਤੇ ਹੁਣ ਗੁਰਦੂਆਰਾ ਸਾਹਿਬ ਨੂੰ ਖ਼ਾਲੀ ਕਰਵਾਉਣ ਦੀ ਚੱਲ ਰਹੀ ਮੁਹਿੰਮ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਵਿਚ ਜਿੱਥੇ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ਤੋਂ ਅਪਣੇ ਹੱਕ ’ਚ ਹੋਏ ਫੈਸਲੇ ਦੇ ਚੱਲਦੇ ਇਸ ਜਗ੍ਹਾਂ ਨੂੰ ਅਪਣੇ ਅਧੀਨ ਲੈਣ ਲਈ ਕਾਹਲੀ ਹੈ, ਉਥੇ ਦੂਜੇ ਪਾਸੇ ਸੂਬੇ ਭਰ ਦਾ ਰਵੀਦਾਸੀਆਂ ਭਾਈਚਾਰਾਂ ਵੀ ਕਮੇਟੀ ਦੇ ਇਸ ਫੈਸਲੇ ਵਿਰੁਧ ਇਕਜੁਟ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਇਸ ਮਸਲੇ ਵਿਚ ਵਿਸੇਸ ਤੌਰ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਦਮਦਮਾ ਸਾਹਿਬ ਪੁੱਜੇ, ਜਿੱਥੇ ਉਹ ਕਈ ਘੰਟੇ ਉਕਤ ਗੁਰਦੂਆਰਾ ਸਾਹਿਬ ਵਿਖੇ ਠਹਿਰੇ ਅਤੇ ਇਸ ਦੌਰਾਨ ਉਨ੍ਹਾਂ ਗੁਰਦੂਆਰਾ ਸਾਹਿਬ ਦੀ ਕਮੇਟੀ ਅਤੇ ਹੋਰਨਾਂ ਆਗੂਆਂ ਨਾਲ ਗੱਲਬਾਤ ਕੀਤੀ। ਦੂਜੇ ਪਾਸੇ ਇਸ ਮਸਲੇ ’ਚ ਦਲਿਤ ਆਗੂਆਂ ਦੀ ਬਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਜੇਕਰ 17 ਮਈ ਤੱਕ ਮਸਲਾ ਹੱਲ ਨਾ ਹੋਇਆ ਤਾਂ ਉਹ 22 ਨੂੰ ‘ਪੰਜਾਬ ਬੰਦ’ ਦਾ ਦਿੱਤਾ ਕਰਨਗੇ। ਉਧਰ ਇਸ ਮਸਲੇ ਦੇ ਹੱਲ ਲਈ ਅੱਜ ਸਾਰਾ ਦਿਨ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਤੇ ਐਸ.ਐਸ.ਪੀ ਗੁਲਨੀਤ ਸਿੰਘ ਖ਼ੁਰਾਣਾ ਵਲੋਂ ਦੋਨਾਂ ਧਿਰਾਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਪ੍ਰੰਤੂ ਆਖ਼ਰ ਤੱਕ ਕੋਈ ਫੈਸਲਾ ਨਾ ਹੋ ਸਕਿਆ। ਹਾਲਾਂਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਧਿਰ ਵਲੋਂ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਨੇ ਦਾਅਵਾ ਕੀਤਾ ਕਿ ਦੋਨਾਂ ਧਿਰਾਂ ਦਾ ਰਵੱਈਆ ਹਾਂਪੱਖੀ ਸੀ ਤੇ ਉਹ ਉਮੀਦ ਕਰਦੇ ਹਨ ਕਿ ਮਸਲੇ ਦਾ ਹੱਲ ਸ਼ਾਂਤੀਪੂਰਵਕ ਤਰੀਕੇ ਨਾਲ ਨਿਕਲ ਆਵੇਗਾ। ਉਧਰ ਬੁੰਗਾ ਨਾਨਕਸਰ ਵਿਖੇ ਇਕੱਠੇ ਹੋਏ ਵੱਡੀ ਗਿਣਤੀ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਦੌਰਾਨ ਵੱਖ ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਨੇ ਸ਼੍ਰੋਮਣੀ ਕਮੇਟੀ ਉਪਰ ਦਲਿਤ ਭਾਈਚਾਰੇ ਨੂੰ ਜਾਣ ਬੁੱਝ ਕੇ ਗੁਰੂਘਰਾਂ ਤੋਂ ਦੂਰ ਕਰਨ ਦੇ ਇਲਜ਼ਾਮ ਲਗਾਏ। ਇਸ ਮੌਕੇ ਡੇਰਾ ਸੱਚਖੰਡ ਪੰਡਵਾ ਫਗਵਾੜਾ ਦੇ ਧਾਰਮਿਕ ਆਗੂਆਂ ਤੋਂ ਇਲਾਵਾ ਡਾਕਟਰ ਜਸਵਿੰਦਰ ਸਿੰਘ ਮੱਟੂ, ਹਰਵਿੰਦਰ ਸਿੰਘ ਰੰਗਰੇਟਾ ਦਲ, ਬਾਬਾ ਮੁਹਿੰਦਰਪਾਲ ਸਿੰਘ, ਬਸਪਾ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਨਿੱਕਾ, ਕਾਂਗਰਸ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਨੇ ਵੀ ਸੰਬੋਧਨ ਕੀਤਾ। ਦੂਜੇ ਪਾਸੇ ਇਕੱਤਰਤਾ ਵਿੱਚ ਸ਼ਾਮਲ ਹੋਣ ਉਪਰੰਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਇਹ ਮਸਲਾ ਸਿੱਖ ਧਰਮ ਦਾ ਅੰਦਰੂਨੀ ਹੈ।ਇਸ ਲਈ ਉਹ ਖੁਦ ਦਖ਼ਲ ਦੇ ਕੇ ਮਸਲੇ ਦਾ ਹੱਲ ਕਰਵਾਉਣ।ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵੀ ਕਿਹਾ ਕਿ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਉਨ੍ਹਾਂ ਦੀ ਸਹਿਮਤੀ ਮੁਤਾਬਿਕ ਹੀ ਫੈਸਲਾ ਲਿਆ ਜਾਵੇ। ਇਸ ਮੌਕੇ ਰਵਿਦਾਸ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਜੱਸੀ ਤੱਲ੍ਹਣ, ਬਸਪਾ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਦਲਿਤ ਮਹਾਂ ਪੰਚਾਇਤ ਦੇ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ 17 ਮਈ ਨੂੰ ਡੀਸੀ ਬਠਿੰਡਾ ਮੌਕਾ ਦੇਖਣ ਲਈ ਤਲਵੰਡੀ ਸਾਬੋ ਪੁੱਜ ਰਹੇ ਹਨ।

ਬਠਿੰਡਾ ’ਚ ਜਨਮ ਤੋਂ ਪਹਿਲਾਂ ਬੱਚੇ ਦਾ ‘ਲਿੰਗ’ ਦੱਸਣ ਵਾਲੇ ਗਿਰੋਹ ਦਾ ਪਰਦਾਫ਼ਾਸ

0

ਪਤੀ-ਪਤਨੀ ਸਹਿਤ ਤਿੰਨ ਕਾਬੂ, ਮੌਕੇ ਤੋਂ 30 ਲੱਖ ਰੁਪਏ ਦੀ ਨਗਦ ਰਾਸ਼ੀ
ਬੱਚਿਆਂ ਨੂੰ ਜਾਅਲੀ ਤਰੀਕੇ ਨਾਲ ਗੋਦ ਦੇਣ ਦਾ ਵੀ ਕਰਦੇ ਸਨ ਕੰਮ
ਸੁਖਜਿੰਦਰ ਮਾਨ
ਬਠਿੰਡਾ, 16 ਮਈ : ਸਿਹਤ ਵਿਭਾਗ ਲੁਧਿਆਣਾ ਅਤੇ ਬਠਿੰਡਾ ਦੀਆਂ ਟੀਮਾਂ ਵਲੋਂ ਪੁਲਿਸ ਨਾਲ ਮਿਲਕੇ ਕੀਤੀ ਗਈ ਅੱਜ ਇੱਕ ਵੱਡੀ ਕਾਰਵਾਈ ’ਚ ਸਥਾਨਕ ਭੁੱਚੋਂ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਕਲੌਨੀ ’ਚ ਗੈਰ-ਕਾਨੂੰਨੀ ਤੌਰ ’ਤੇ ਬੱਚੇ ਦੇ ਜਨਮ ਤੋਂ ਪਹਿਲਾਂ ਉਸਦਾ ‘ਲਿੰਗ’ ਦੱਸਣ ਵਾਲੇ ਗਿਰੋਹ ਦਾ ਪਰਦਾਫ਼ਾਸ ਕੀਤਾ ਹੈ। ਮੌਕੇ ’ਤੇ ਕੀਤੀ ਗਈ ਕਾਰਵਾਈ ਵਿਚ ਇਸ ਗਿਰੋਹ ਦੇ ਮੁੱਖ ਸਰਗਨਾ ਪਤੀ-ਪਤਨੀ ਸਹਿਤ ਤਿੰਨ ਜਣਿਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸਤੋਂ ਇਲਾਵਾ ਘਰ ਵਿਚੋਂ 30 ਲੱਖ ਦੀ ਨਗਦੀ ਵੀ ਬਰਾਮਦ ਹੋਈ ਹੈ। ਪਤਾ ਲੱਗਿਆ ਹੈ ਕਿ ਕਥਿਤ ਮੁੱਖ ਮੁਜਰਮ ਖੁਦ ਨੂੰ ਆਰਐਮਪੀ ਡਾਕਟਰ ਦੱਸਦਾ ਸੀ ਜਦੋਂਕਿ ਉਸਦੀ ਘਰ ਵਾਲੀ ਦਾਈ ਦਾ ਕੰਮ ਕਰਦੀ ਹੈ। ਮਿਲੀ ਸੂਚਨਾ ਮੁਤਾਬਕ ਸਿਹਤ ਵਿਭਾਗ ਲੁਧਿਆਣਾ ਦੀ ਟੀਮ ਨੂੰ ਇੱਕ ਮੁਖਬਰ ਰਾਹੀਂ ਗੁਪਤ ਸੂਚਨਾ ਮਿਲੀ ਸੀ ਕਿ ਭੁੱਚੋਂ ਰੋਡ ’ਤੇ ਸਥਿਤ ਰਾਇਲ ਅਨਕਲੇਵ ਕਲੌਨੀ ਵਿਚ ਸਥਿਤ ਇੱਕ ਕੋਠੀ ’ਚ ਗੈਰ ਕਾਨੂੰਨੀ ਤੌਰ ’ਤੇ ਭਰੁੂਣ ਹੱਤਿਆ ਦਾ ਕੰਮ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਜਨਮ ਤੋਂ ਪਹਿਲਾਂ ਬੱਚੇ ਦਾ ਮੋਟੀ ਰਾਸ਼ੀ ਲੈ ਕੇ ਲਿੰਗ ਦਸਿਆ ਜਾ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਲੁਧਿਆਣਾ ਦੀ ਟੀਮ ਵਲੋਂ ਸਿਹਤ ਵਿਭਾਗ ਬਠਿੰਡਾ ਅਤੇ ਪੁਲਿਸ ਦੀ ਟੀਮ ਨੂੰ ਵੀ ਨਾਲ ਲਿਆ ਗਿਆ। ਜਿਸਤੋਂ ਬਾਅਦ ਗੁਰਮੇਲ ਸਿੰਘ ਜੋ ਕਿ ਆਪਣੇ ਆਪ ਨੂੰ ਆਰ ਐਮ ਪੀ ਡਾਕਟਰ ਦੱਸਦਾ ਸੀ ਅਤੇ ਉਸਦੀ ਪਤਨੀ ਬਿੰਦਰ ਕੌਰ (ਦੂਜਾ ਨਾਮ ਕੁਲਵਿੰਦਰ ਕੌਰ) ਨਾਲ ਮੁਖਬਰ ਰਾਂਹੀ ਲਿੰਗ ਨਿਰਧਾਰਨ ਟੈਸਟ ਬਾਬਤ ਸੰਪਰਕ ਕੀਤਾ ਗਿਆ ਅਤੇ ਬਾਅਦ ਵਿੱਚ ਮੌਕੇ ਤੇ ਛਾਪਾਮਾਰੀ ਕਰਕੇ ਘਰ ਦੇ ਅੰਡਰਗਰਾਊੰਡ ਕਮਰੇ ਵਿੱਚੋ ਮੌਕੇ ਤੋਂ ਇੰਨ੍ਹਾਂ ਨੂੰ ਲਿੰਗ ਨਿਰਧਾਰਣ ਕਰਦਿਆਂ ਕਾਬੂ ਕੀਤਾ ਗਿਆ। ਇਸ ਬਾਬਤ ਵਧੇਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਤੇਜਵੰਤ ਸਿੰਘ ਢਿੱਲੋੰ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਮੌਜੂਦਗੀ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋੰ ਪੁਲਿਸ ਸੁਰੱਖਿਆ ਹੇਠ ਘਰ ਦੀ ਤਲਾਸ਼ੀ ਦੌਰਾਨ 30 ਲੱਖ ਦੇ ਕਰੀਬ ਨਕਦੀ, ਬੱਚਿਆਂ ਦੀ ਗੋਦਨਾਮੇ ਸਬੰਧੀ ਐਫੀਡੈਵਟ, ਲਿੰਗ ਨਿਰਧਾਰਨ ਕਰਨ ਵਾਲੇ ਔਜਾਰ ਅਤੇ ਗਰਭਪਾਤ( ਐਮ ਟੀ ਪੀ) ਕਰਨ ਵਾਲੇ ਔਜਾਰ ਬਰਾਮਦ ਹੋਏ, ਜਿਸਦੇ ਆਧਾਰ ਤੇ ਗੁਰਮੇਲ ਸਿੰਘ, ਉਸਦੀ ਪਤਨੀ ਬਿੰਦਰ ਕੌਰ ਅਤੇ ਇੱਕ ਟਾਊਟ ਰਾਜਿੰਦਰ ਸਿੰਘ ਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ ਅਤੇ ਦੋਸ਼ੀਆਂ ਖਿਲਾਫ਼ ਸਿਹਤ ਵਿਭਾਗ ਵੱਲੋ ਪੀ ਐਨ ਡੀ ਟੀ ਐਕਟ ਦੀਆਂ 3ਏ, 6, 5(1)ਏ, 23,29,ਐਮ ਟੀ ਪੀ ਐਕਟ ਦੀਆਂ 4,5,6 ਤਹਿਤ ਅਤੇ ਧਾਰਾ 370ਏ, 420 ਆਈ ਪੀ ਸੀ ਤਹਿਤ ਥਾਣਾ ਕੈਂਟ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਰਾਸ਼ਟਰੀ ਡੇਂਗੂ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਸਮਾਗਮ ਆਯੋਜਿਤ

0

ਡੇਂਗੂ ਅਤੇ ਮਲੇਰੀਆ ਦੇ ਖਾਤਮੇ ਲਈ ਲੋਕਾਂ ਨੂੰ ਕੀਤੀ ਸਹਿਯੋਗ ਦੀ ਅਪੀਲ
ਸੁਖਜਿੰਦਰ ਮਾਨ
ਬਠਿੰਡਾ, 16 ਮਈ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਅੱਜ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਡੇਂਗੂ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਏ.ਐਨ.ਐਮ ਤੇ ਜੀ.ਐਨ.ਐਮ ਨਰਸਿੰਗ ਸਕੂਲਾਂ ਦੇ ਸਿਖਿਆਰਥੀਆਂ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਸਮੇਂ ਡਾ. ਊਸ਼ਾ ਗੋਇਲ ਜ਼ਿਲ੍ਹਾ ਸਿਹਤ ਅਫ਼ਸਰ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮਯੰਕਜੋਤ, ਮਾਸ ਮੀਡੀਆ ਵਿੰਗ ਅਤੇ ਮਲੇਰੀਆ ਵਿੰਗ ਨੇ ਭਾਗ ਲਿਆ।ਰੈਲੀ ਦੌਰਾਨ ਵਿਦਿਆਰਥਣਾਂ ਵਲੋਂ ਹੱਥਾਂ ’ਚ ਜਾਗਰੂਕਤਾ ਤਖ਼ਤੀਆਂ ਫੜ ਕੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ’ਚ ਹੁੰਦੇ ਹੋਏ ਲੋਕਾਂ ਨੂੰ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕਤਾ ਦਾ ਸੁਨੇਹਾ ਦਿੱਤਾ ਗਿਆ। ਸਿਵਲ ਸਰਜਨ ਡਾ. ਤੇਜਵੰਤ ਸਿੰਘ ਨੇ ਕਿਹਾ ਕਿ ਡੇਂਗੂ ਦੇ ਲੱਛਣਾਂ ਅਤੇ ਇਸਦੇ ਰੋਕਥਾਮ ਦੀ ਜਾਣਕਾਰੀ ਦਿੰਦਿਆਂ ਜਨਤਾ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਾ. ਮਯੰਕਜੋਤ ਨੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਰੈਲੀ ਵਿਚ ਸ਼ਾਮਲ ਵਿਦਿਆਰਥੀਆਂ ਨੂੰ ਵੇਰਕਾ ਪਲਾਂਟ ਦੀ ਸਹਾਇਤਾ ਨਾਲ ਰਿਫਰੈਸ਼ਮੈਂਟ ਵੀ ਦਿੱਤੀ ਗਈ।