ਕਿਹਾ, ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾ ‘ਚ ਰੱਖਣ ਲਈ ਚੁੱਕਿਆ ਗਿਆ ਕਦਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾਵਾਂ ਦੇ ਅੰਦਰ ਰੱਖਣ ਲਈ ਬੀਅਰ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਰੇਟ ਤੈਅ ਕੀਤੇ ਹਨ। ਉਨ੍ਹਾਂ ਕਿਹਾ ਕਿ ਬੀਅਰ ਦੇ ਪਿੰਟਾਂ ਅਤੇ ਡੱਬਿਆਂ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਉਨ੍ਹਾਂ ਵਿੱਚ ਬੀਅਰ ਦੀ ਮਾਤਰਾ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਵਿਕਰੀ ਕੀਮਤ ਦੇ ਅਨੁਪਾਤ ਅਨੁਸਾਰ ਤੈਅ ਕੀਤੀ ਜਾਵੇਗੀ। ਇੱਥੇ ਪੰਜਾਬ ਭਵਨ ਵਿਖੇ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਨੀਤੀ, 2023-24 ਵਿੱਚ ਧਾਰਾ 28 ਪਾਈ ਗਈ ਹੈ, ਜਿਸ ਤਹਿਤ ਬੀਅਰ ਦੀਆਂ ਦਰਾਂ ਨੂੰ ਵਾਜਬ ਸੀਮਾਵਾਂ ਵਿੱਚ ਰੱਖਣ ਲਈ ਐਲ-2/ ਐਲ-14ਏ ਪ੍ਰਚੂਨ ਠੇਕਿਆਂ ਅਤੇ ਇਕੱਲੇ ਠੇਕਿਆਂ ’ਤੇ ਵੇਚੀ ਜਾਣ ਵਾਲੀ ਬੀਅਰ ਦੀ ਘੱਟੋ-ਘੱਟ ਅਤੇ ਵੱਧ ਤੋਂ ਵੱਧ ਪ੍ਰਚੂਨ ਕੀਮਤ ਤੈਅ ਕਰਨ ਦੀ ਸ਼ਕਤੀ ਸਰਕਾਰ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਅਰ ਬ੍ਰਾਂਡਾਂ ਦੀ ਘੱਟੋ-ਘੱਟ ਪ੍ਰਚੂਨ ਵਿਕਰੀ ਕੀਮਤ ਪਾਲਿਸੀ ਦੇ ਅਨੁਬੰਧ 3 ਵਿੱਚ ਨਿਰਧਾਰਤ ਫਾਰਮੂਲੇ ਅਨੁਸਾਰ ਮਿਥੀ ਗਈ ਹੈ ਅਤੇ ਖਪਤਕਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਚੂਨ ਵਿਕਰੀ ਮੁੱਲ ਨਿਰਧਾਰਤ ਕੀਤਾ ਗਿਆ ਹੈ ਤਾਂ ਜੋ ਉਹ ਕਿਫਾਇਤੀ ਉਤਪਾਦ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਕਦਮ ਗੁਆਂਢੀ ਰਾਜਾਂ ਤੋਂ ਇਸ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਬੀਅਰ ਦੀਆਂ ਕੀਮਤਾਂ ਵਿੱਚ ਬੇਲੋੜੇ ਵਾਧੇ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਸੇਵਨ ਤੋਂ ਲੋਕਾਂ ਨੂੰ ਦੂਰ ਕਰਨ ਲਈ ਚੁੱਕੇ ਜਾ ਰਹੇ ਹਨ।2021 ਦੇ ਐਸ.ਐਲ.ਪੀ. (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਸਬੰਧੀ ਨਿਰਦੇਸ਼ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਇਨਫੋਰਸਮੈਂਟ ਸਰਗਰਮੀਆਂ ਨੂੰ ਹੋਰ ਹੁਲਾਰਾ ਦੇਣ ਅਤੇ ਇਸ ਧੰਦੇ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੁਲਿਸ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਕਿਉਂਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੁਣ ਜੇਕਰ ਕਿਸੇ ਇਲਾਕੇ ਵਿੱਚ ਕੋਈ ਗੈਰਕਾਨੂੰਨੀ ਭੱਠੀ ਪਾਈ ਜਾਂਦੀ ਹੈ ਤਾਂ ਸਥਾਨਕ ਪੁਲਿਸ ਜ਼ਿੰਮੇਵਾਰ ਹੋਵੇਗੀ।ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਨੇ ਪਹਿਲਾਂ ਹੀ ਆਬਕਾਰੀ ਕਮਿਸ਼ਨਰ, ਪੰਜਾਬ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਸਾਰੇ ਡਿਪਟੀ ਕਮਿਸ਼ਨਰ (ਆਬਕਾਰੀ), ਜ਼ੋਨ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਦੇ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਨਿੱਜੀ ਤੌਰ ’ਤੇ ਮਿਲਣ ਤਾਂ ਜੋ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਦੌਰਾਨ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਦੱਸਿਆ ਕਿ ਵਿਭਾਗ ਵੱਲੋਂ ਐਕਸਟਰਾ ਨਿਊਟ?ਰਲ ਅਲਕੋਹਲ (ਈ.ਐਨ.ਏ) ਦੀ ਨਿਰਮਾਤਾ ਤੋਂ ਲੈ ਕੇ ਅੰਤਿਮ ਮੰਜ਼ਿਲ ਤੱਕ ਢੋਆ-ਢੁਆਰੀ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਈ.ਐਨ.ਏ. ਲਿਜਾ ਰਹੇ ਜੀ.ਪੀ.ਐਸ. ਨਾਲ ਲੈਸ ਵਾਹਨ ਨੂੰ ਇਸ ਦੇ ਸਫ਼ਰ ਦੇ ਪਹਿਲੇ 100 ਕਿਲੋਮੀਟਰ ਦੇ ਅੰਦਰ ਰੁਕਣ ਦੀ ਇਜਾਜ਼ਤ ਨਹੀਂ ਹੈ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਸ਼ੱਕ ਪੈਣ ਤੇ ਇੰਨ੍ਹਾਂ ਦੀ ਅਚਨਚੇਤ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਉਤਪਾਦਨ ਨਾਲ ਸਬੰਧਤ ਗਤੀਵਿਧੀਆਂ ਨੂੰ ਜੜ੍ਹੋਂ ਖਤਮ ਕਰਨ ਲਈ ਨਿਯਮਤ ਤੌਰ ’ਤੇ ਇਨਫੋਰਸਮੈਂਟ ਕਾਰਵਾਈਆਂ ਕੀਤੀਆਂ ਜਾ ਰਹੀਆਂ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੰਬੋਧਨ ਦੇ ਆਖੀਰ ਵਿੱਚ ਆਬਕਾਰੀ ਵਿਭਾਗ ਦੇ ਸਮੁੱਚੇ ਸਟਾਫ ਨੂੰ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਮਾਲੀਆ ਵਧਾਉਣ ਦੇ ਨਾਲ-ਨਾਲ ਸ਼ਰਾਬ ਮਾਫੀਆ ਦਾ ਲੱਕ ਤੋੜਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਵਧਾਈ ਦਿੱਤੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਵਿਭਾਗ ਵਿੱਤੀ ਸਾਲ 2023-24 ਦੌਰਾਨ ਮਾਲੀਆ ਇਕੱਠਾ ਕਰਨ ਦੇ ਪੰਜ ਦੇ ਅੰਕੜੇ ਨੂੰ ਪਾਰ ਕਰ ਲਵੇਗਾ।
ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ – ਵਿੱਤ ਮੰਤਰੀ ਚੀਮਾ
ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ
ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਨਾਲ ਸਿੱਧੇ ਤਾਲਮੇਲ ਵਿੱਚ ਕਰਨਗੇ ਕੰਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ), ਅਤੇ ਜੀ.ਐਸ.ਟੀ ਪ੍ਰਾਈਮ ਜੋ ਕਿ ਰਾਜ ਦੇ ਜੀ.ਐਸ.ਟੀ ਅਧਿਕਾਰੀਆਂ ਵਾਸਤੇ ਆਪਣੇ ਅਧਿਕਾਰ ਖੇਤਰ ਅੰਦਰ ਕਰ ਵਸੂਲੀ ਅਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਲਈ ਇੱਕ ਵਿਸ਼ਲੇਸ਼ਣਾਤਮਕ ਪੋਰਟਲ ਹੈ, ਦੀ ਸ਼ੁਰੂਆਤ ਕੀਤੀ ਗਈ।ਇੱਥੇ ਪੰਜਾਬ ਭਵਨ ਵਿਖੇ ਇਸ ਸਬੰਧੀ ਹੋਈ ਵਿਸ਼ੇਸ਼ ਈਵੈਂਟ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਵਿਭਾਗ ਦੇ ਮੌਜੂਦਾ 7 ਮੋਬਾਈਲ ਵਿੰਗਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਸ਼ੰਭੂ (ਪਟਿਆਲਾ), ਲੁਧਿਆਣਾ ਅਤੇ ਜਲੰਧਰ ਨੂੰ ਹੁਣ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਨਟਿਵ ਯੂਨਿਟਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ 3 ਨਵੇਂ ਐਸ.ਆਈ.ਪੀ.ਯੂ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਐਸ.ਆਈ.ਪੀ.ਯੂ ਵਿੱਚ ਮਾਧੋਪੁਰ (ਪਠਾਨਕੋਟ), ਮੋਹਾਲੀ ਅਤੇ ਮੁੱਖ ਦਫਤਰ, ਪਟਿਆਲਾ ਵਿਖੇ ਕੇਂਦਰੀ ਯੂਨਿਟ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੂਨਿਟ ਅਤੇ ਐਸ.ਆਈ.ਪੀ.ਯੂ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਦੇ ਨਾਲ ਸਿੱਧੇ ਤਾਲਮੇਲ ਵਿੱਚ ਕੰਮ ਕਰਨਗੇ।ਜੀ.ਐਸ.ਟੀ ਪ੍ਰਾਈਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਨਤੀਜੇ ਵਜੋਂ ਕਰ ਅਧਿਕਾਰੀਆਂ ਦੁਆਰਾ ਬਿਹਤਰ ਕਰ ਨਿਗਰਾਨੀ ਕੀਤੀ ਜਾ ਸਕੇਗੀ ਅਤੇ ਕਰਦਾਤਾਵਾਂ ਦੁਆਰਾ ਕਰ ਪਾਲਣਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫਤਰਾਂ ਅਤੇ ਇਨਫੋਰਸਮੈਂਟ ਅਤੇ ਖੁਫੀਆ ਦਫਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪੋਰਟਲ ਜੀ.ਐਸ.ਟੀ ਕਾਮਨ ਪੋਰਟਲ ਅਤੇ ਈ-ਵੇਅ ਬਿੱਲ ਪ੍ਰਣਾਲੀਆਂ ਅਤੇ ਕਰ ਪ੍ਰਸ਼ਾਸਨ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਦਾ ਹੈ।ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਰ ਦੀ ਪ੍ਰਭਾਵੀ ਪਾਲਣਾ, ਚੋਟੀ ਦੇ ਡਿਫਾਲਟਰਾਂ ਦੀ ਪਛਾਣ, ਕਰਦਾਤਾ ਦੇ ਵੇਰਵਿਆਂ ਦਾ ਆਸਾਨ ਰਿਕਾਰਡ ਰੱਖਣਾ ਅਤੇ ਧੋਖਾਧੜੀ ਦਾ ਪਤਾ ਲਗਾਉਣ ਲਈ ਆਡਿਟ ਅਤੇ ਨਿਰੀਖਣ ਲਈ ਕਰਦਾਤਾਵਾਂ ਦੀ ਪਛਾਣ ਕਰਨਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਸ੍ਰੀ ਵਿਰਾਜ ਐਸ. ਤਿਡਕੇ ਅਤੇ ਵਧੀਕ ਕਮਿਸ਼ਨਰ ਆਡਿਟ ਸ੍ਰੀ ਰਵਨੀਤ ਖੁਰਾਣਾ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ ’ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਅਪ੍ਰੈਲ:ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਹਲਕੇ ਵਿੱਚ ਪੱਟੀ, ਦੁੱਬਲੀ, ਕੋਟ ਬੁੱਢਾ, ਹਰੀਕੇ, ਨੌਸ਼ਹਿਰਾ ਪੰਨੂੰਆਂ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚ ਕੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।ਇਸ ਮੌਕੇ ਕੈਬਨਿਟ ਮੰਤਰੀ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਕਣਕ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਫ਼ਸਲ ਦੀ ਅਦਾਇਗੀ ਵੀ ਸਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ।ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਮੀਂਹ ਤੇ ਹਨੇਰੀ ਕਾਰਨ ਖ਼ਰਾਬ ਹੋਈ ਕਣਕ ਦੀ ਫ਼ਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਉਨ੍ਹਾਂ ਅਫ਼ਸੋਸ ਜਤਾਇਆ ਕਿ ਜਦੋਂ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਹੈ ਤਾਂ ਕੇਂਦਰ ਸਰਕਾਰ ਕਿਸਾਨਾਂ ਦੀ ਇਸ ਔਖੇ ਸਮੇਂ ਵਿੱਚ ਬਾਂਹ ਫੜਨ ਤੋਂ ਮੁਨਕਰ ਹੋ ਗਈ ਹੈ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਦੱਸ ਦੇਈਏ ਕਿ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਆਮਦ ਮੰਡੀਆਂ ਵਿੱਚ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਪੱਟੀ ਦੀਆਂ ਕਈ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੇਰੀ ਨਾਲ ਪਹੁੰਚੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬੇ ਲਈ ਮੁਆਵਜ਼ਾ ਰਾਸ਼ੀ ਵਿੱਚ 25 ਫ਼ੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਫ਼ੀਸਦੀ ਤੋਂ ਵੱਧ ਖ਼ਰਾਬੇ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਇਸ ਵਾਰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਛੇਤੀ ਹੀ ਖ਼ਰਾਬੇ ਦਾ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਸਰਕਾਰ ਵਲੋਂ ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ
ਪਹਿਲੇ ਦਿਨ 40 ਕਰੋੜ ਰੁਪਏ ਦਾ ਵੰਡਿਆ ਗਿਆ ਮੁਆਵਜ਼ਾ
ਪੰਜਾਬੀ ਕਿਸਾਨਾਂ ਨੂੰ ਅਣਗੌਲਿਆ ਕਰਕੇ ਕੌਮੀ ਅਨਾਜ ਭੰਡਾਰ ਭਰਨਾ ਸੰਭਵ ਨਹੀਂ
ਪੰਜਾਬੀ ਖ਼ਬਰਸਾਰ ਬਿਉਰੋ
ਅਬੋਹਰ (ਫਾਜ਼ਿਲਕਾ), 13 ਅਪ੍ਰੈਲ: ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਕਿਸਾਨਾਂ ਨੂੰ ਖੁਦ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਅੱਜ ਇੱਥੇ ਲਗਾਤਾਰ ਮੀਂਹ ਕਾਰਨ ਹੋਏ ਫਸਲਾਂ ਅਤੇ ਘਰਾਂ ਨੁਕਸਾਨ ਲਈ ਮੁਆਵਜ਼ਾ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ 362 ਪਿੰਡਾਂ ਨੂੰ ਮੁਆਵਜ਼ੇ ਵਜੋਂ ਕੁੱਲ 12.94 ਕਰੋੜ ਰੁਪਏ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ। ਭਗਵੰਤ ਮਾਨ ਨੇ ਕਿਹਾ, “ਅੱਜ ਦੇ ਦਿਨ ਨੂੰ ਖੁਸ਼ੀ ਵਾਲਾ ਦਿਨ ਨਹੀਂ ਆਖਿਆ ਜਾ ਸਕਦਾ ਕਿਉਂਕਿ ਮੈਂ ਕੁਦਰਤ ਦੇ ਕਹਿਰ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਇੱਥੇ ਆਇਆ ਹਾਂ। ਸੰਕਟ ਦੀ ਇਸ ਘੜੀ ਵਿੱਚ ਪ੍ਰਭਾਵਿਤ ਹੋਏ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਹਾਡੀ ਸਰਕਾਰ ਦ੍ਰਿੜ ਵਚਨਬੱਧ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਮੀਂਹ ਪੈਣ ਤੋਂ ਬਾਅਦ ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਦੇਖ ਕੇ ਉਨ੍ਹਾਂ ਦਾ ਮਨ ਦੁਖੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਸੂਬਾ ਸਰਕਾਰ ਨੇ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਆਪਕ ਪੱਧਰ ਉਤੇ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਦੀ ਗਿਰਦਾਵਰੀ ਵਿਚ ਪਿਛਲੀ ਸਰਕਾਰ ਦੇ ਮੁਕਾਬਲੇ ਫੈਸਲਾਕੁੰਨ ਪਰਿਵਰਤਨ ਹੋਇਆ ਹੈ ਕਿਉਂਕਿ ਪਹਿਲਾਂ ਸਿਰਫ਼ ਫੋਕੇ ਦਾਅਵੇ ਹੀ ਹੁੰਦੇ ਸਨ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਗਿਰਦਾਵਰੀ ਸਿਰਫ ਸਿਆਸੀ ਰਸੂਖਵਾਨ ਲੋਕਾਂ ਦੀ ਮਰਜ਼ੀ ਉਤੇ ਨਿਰਭਰ ਹੁੰਦੀ ਸੀ ਜਿਸ ਕਰਕੇ ਕਿਸੇ ਵੀ ਅਸਲ ਲਾਭਪਾਤਰੀ ਨੂੰ ਮਦਦ ਨਹੀਂ ਮਿਲਦੀ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਿਰਦਾਵਰੀਆਂ ਖੇਤਾਂ ਵਿਚ ਜਾ ਕੇ ਕਰਨ ਦੀ ਬਜਾਏ ਅਮੀਰ ਲੋਕਾਂ ਦੇ ਘਰਾਂ ਵਿੱਚ ਹੀ ਨੇਪਰੇ ਚਾੜ੍ਹ ਲਈਆਂ ਜਾਂਦੀਆਂ ਸਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਗਿਰਦਾਵਰੀ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਅੱਜ ਮਿੱਥੇ ਸਮੇਂ ਤੋਂ ਪਹਿਲਾਂ ਇਸ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਇੱਕੋ-ਇੱਕ ਉਦੇਸ਼ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਹੈ ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਮੁਆਵਜਾ ਰਾਸ਼ੀ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਜੇਕਰ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਖੇਤ ਮਜ਼ਦੂਰਾਂ ਨੂੰ ਵੀ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਘਰਾਂ ਦੇ ਥੋੜ੍ਹੇ-ਬਹੁਤ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਰਾਬੇ ਦੇ 20 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਦੀ ਕਿਸੇ ਵੀ ਸਰਕਾਰ ਨੇ ਇਸ ਬਾਰੇ ਭੋਰਾ ਚਿੰਤਾ ਨਹੀਂ ਕੀਤੀ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, “ਪਿਛਲੀਆਂ ਸਰਕਾਰਾਂ ਦੌਰਾਨ ਮੁਆਵਜ਼ੇ ਵਿੱਚ ਏਨੀ ਦੇਰੀ ਹੋਈ ਸੀ ਕਿ ਜ਼ਿਆਦਾਤਰ ਮੰਤਰੀ ਅਤੇ ਵਿਧਾਇਕ ਇਹ ਭੁੱਲ ਹੀ ਜਾਂਦੇ ਸਨ ਕਿ ਉਹ ਕਿਹੜੀ ਫਸਲ ਦੇ ਮੁਆਵਜ਼ੇ ਦੇ ਚੈੱਕ ਵੰਡ ਰਹੇ ਹਨ। ਹੁਣ ਤੁਹਾਡੀ ਸਰਕਾਰ ਵਿਚ ਫਸਲ ਅਜੇ ਖੇਤਾਂ ਵਿੱਚ ਹੈ ਪਰ ਪੈਸਾ ਖਾਤਿਆਂ ਵਿਚ ਪਾ ਦਿੱਤਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਲਈ ਕੇਂਦਰ ਨੂੰ ਮੁਆਵਜ਼ਾ ਦੇਣ ਵਾਸਤੇ ਮਿੰਨਤਾਂ ਕਰਨ ਦੀ ਬਜਾਏ ਕਣਕ ਦੇ ਟੁੱਟੇ ਤੇ ਸੁੰਗੜੇ ਦਾਣਿਆਂ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਜਾ ਰਹੀ ਕਟੌਤੀ ਕਾਰਨ ਕਿਸਾਨਾਂ ’ਤੇ ਪਏ ਆਰਥਿਕ ਬੋਝ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। ਉਨ੍ਹਾਂ ਕਿਹਾ ਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਕੇਂਦਰ ਸਰਕਾਰ ਦੀ ਬੇਰੁਖੀ ਨੇ ਕਿਸਾਨਾਂ ਦੀ ਸਾਰ ਲੈਣ ਲਈ ਕੁਝ ਨਹੀਂ ਕੀਤਾ ਸਗੋਂ ਕਿਸਾਨਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਲਈ ਕੇਂਦਰ ਨੇ ਖਰਾਬ ਹੋਏ ਅਨਾਜ ਦੇ ਮੁੱਲ ਵਿਚ ਕਟੌਤੀ ਕਰ ਦਿੱਤੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਪੰਜਾਬੀ ਕਿਸਾਨਾਂ ਤੋਂ ਬਿਨਾਂ ਕੌਮੀ ਅਨਾਜ ਭੰਡਾਰ ਭਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਸੂਬੇ ਦੇ ਮਿਹਨਤਕਸ਼ ਕਿਸਾਨਾਂ ਤੋਂ ਬਿਨਾਂ ਆਪਣੀ ਹੋਂਦ ਕਾਇਮ ਨਹੀਂ ਰੱਖ ਸਕਦੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਅਨਾਜ ਭੰਡਾਰ ਲਈ ਕਣਕ ਅਤੇ ਝੋਨੇ ਦੇ ਰੂਪ ਵਿੱਚ ਸਾਥੋਂ ਅਨਾਜ ਦੀ ਸਪਲਾਈ ਦੀ ਮੰਗ ਕਰੇਗਾ ਤਾਂ ਕਿਸਾਨਾਂ ’ਤੇ ਲਗਾਏ ਗਏ ਕੱਟ ਦਾ ਇੱਕ-ਇੱਕ ਪੈਸਾ ਕੇਂਦਰ ਤੋਂ ਵਿਆਜ ਸਣੇ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਪ੍ਰਤੀ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸੂਬਾ ਸਰਕਾਰ ਵਿਰੁੱਧ ਬੇਬੁਨਿਆਦ ਬਿਆਨ ਦੇਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਦੇ ਭਲੇ ਲਈ ਹੁੰਦਾ ਹੈ। ਉਨ੍ਹਾਂ ਨੇ ਸਾਬਕਾ ਉਪ ਮੁੱਖ ਮੰਤਰੀ ਉਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜਾ ਵਿਅਕਤੀ ਖ਼ੁਦ ਦੁਪਹਿਰ 12 ਵਜੇ ਜਾਗਦਾ ਹੈ, ਉਹ ਕਦੇ ਵੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਬਦਲਣ ਦੇ ਫਾਇਦੇ ਦੀ ਉਮੀਦ ਨਹੀਂ ਲਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਲੋਕ ਵਿਰੋਧੀ ਮਾਨਸਿਕਤਾ ਕਾਰਨ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਾਵਰਕਾਮ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪਿਛਲੇ ਸਾਲ ਦੀ 20,200 ਕਰੋੜ ਰੁਪਏ ਦੀ ਸਾਰੀ ਬਕਾਇਆ ਸਬਸਿਡੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੀ.ਐਸ.ਪੀ.ਸੀ.ਐਲ. ਲੋਕਾਂ ਦੀ ਸਹੀ ਭਾਵਨਾ ਨਾਲ ਸੇਵਾ ਕਰੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਭਰ ਵਿੱਚ 28,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਨੂੰ ਆਧਾਰ ਬਣਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇੱਕ ਸਾਲ ਵਿੱਚ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ 10 ਕੇਂਦਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ ਤਾਂ ਕਿ ਉਹ ਸੂਬੇ ਅਤੇ ਦੇਸ਼ ਵਿੱਚ ਉਚੇ ਅਹੁਦਿਆਂ ’ਤੇ ਕੰਮ ਕਰ ਸਕਣ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਤੇ ਹੋਰ ਵੀ ਹਾਜ਼ਰ ਸਨ।
ਵਿਸਾਖੀ ਮੇਲਾ ਸੁਰੂ: ਡੀਜੀਪੀ ਗੌਰਵ ਯਾਦਵ ਨੇ ਤਿੰਨ ਦਿਨਾਂ ‘ਚ ਦੂਜੀ ਵਾਰ ਤਖ਼ਤ ਸਾਹਿਬ ਦਾ ਦੌਰਾ ਕੀਤਾ
ਚੱਪੇ-ਚੱਪੇ ’ਤੇ ਪੁਲਿਸ ਤੈਨਾਤ, ਭਾਈ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਦੀ ਅਫ਼ਵਾਹ
ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਵੀ ਸਿੱਖਾਂ ਨੂੰ ਹੁੰਮ-ਹੁੰਮਾ ਕੇ ਵਿਸਾਖੀ ਮੌਕੇ ਪੁੱਜਣ ਦੀ ਅਪੀਲ
ਸੁਖਜਿੰਦਰ ਮਾਨ
ਬਠਿੰਡਾ, 13 ਅਪ੍ਰੈਲ : ਖ਼ਾਲਸਾ ਸਾਜ਼ਨਾ ਦਿਵਸ ਮੌਕੇ ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਉਪਰ ਵਿਸਾਖੀ ਮੇਲਾ ਅੱਜ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ। ਹਾਲਾਂਕਿ ਬੀਤੇ ਕੱਲ ਤੋਂ ਹੀ ਸੰਗਤਾਂ ਨਤਮਸਤਕ ਹੋਣ ਲਈ ਇੱਥੇ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਪ੍ਰੰਤੂ ਪਿਛਲੇ ਸਾਲਾਂ ਦੇ ਮੁਕਾਬਲੇ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੇ ਮਾਮਲੇ ਨੂੰ ਲੈ ਕੇ ਉਠੇ ਵਿਵਾਦ ਦੇ ਚੱਲਦਿਆਂ ਸੰਗਤਾਂ ਦੀ ਆਮਦ ਕਾਫ਼ੀ ਘੱਟ ਦੇਖਣ ਨੂੰ ਮਿਲ ਰਹੀ ਹੈ। ਜਦੋਂਕਿ ਤਖ਼ਤ ਸਾਹਿਬ ਅਤੇ ਕਸਬਾ ਤਲਵੰਡੀ ਸਾਬੋ ਵਿਚ ਪੁਲਿਸ ਮੁਲਾਜਮਾਂ ਦੀ ਗਿਣਤੀ ਅੱਜ ਸ਼ਰਧਾਲੂਆਂ ਤੋਂ ਵੀ ਵੱਧ ਦੇਖਣ ਨੂੰ ਮਿਲੀ। ਕਸਬੇ ਨੂੰ ਆਉਣ ਵਾਲੀ ਹਰ ਛੋਟੀ-ਵੱਡੀ ਸੜਕ ਉਪਰ ਬੈਰੀਗੇਡ ਲਗਾ ਕੇ ਪੁਲਿਸ ਤੈਨਾਤ ਕੀਤੀ ਹੋਈ ਹੈ। ਜੇਕਰ ਇਹ ਕਿਹਾ ਜਾਵੇ ਕਿ ਤਲਵੰਡੀ ਸਾਬੋ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕੀਤਾ ਜਾ ਚੁੱਕਾ ਹੈ ਤਾਂ ਗਲਤ ਨਹੀਂ ਹੋਵੇਗਾ। ਵੱਡੀ ਗੱਲ ਇਹ ਵੀ ਸੀ ਕਿ ਤਿੰਨ ਦਿਨਾਂ ’ਚ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਵਲੋਂ ਅੱਜ ਦੂਜੀ ਵਾਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਹਾਲਾਂਕਿ ਇਸ ਵਾਰ ਵੱਡੀਆਂ ਸਿਆਸੀ ਧਿਰਾਂ ਵਲੋਂ ਇੱਥੇ ਕੋਈ ਸਿਆਸੀ ਕਾਨਫਰੰਸਾਂ ਨਹੀਂ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਇਸਦੇ ਬਾਵਜੂਦ ਸੱਤ ਜਿਲ੍ਹਿਆਂ ਦੇ ਹਜ਼ਾਰਾਂ ਦੀ ਗਿਣਤੀ ਵਿਚ ਪੁਲਿਸ ਮੁਲਾਜਮ ਪਿਛਲੇ ਕਈ ਦਿਨਾਂ ਤੋਂ ਤੈਨਾਤ ਕੀਤੇ ਹੋੲੈ ਹਨ। ਏਡੀਜੀਪੀ ਐਸਪੀਐਸ ਪਰਮਾਰ ਸਹਿਤ ਕਈ ਡੀਆਈਜੀ ਤੇ ਐਸਐਸਪੀਜ਼ ਇੱਥੇ ਡੇਰਾ ਲਗਾਈ ਬੈਠੇ ਹੋਏ ਹਨ। ਪੁਲਿਸ ਅਧਿਕਾਰੀਆਂ ਵਲੋਂ ਅਨਾਜ਼ ਮੰਡੀ ਵਿਚ ਅਪਣਾ ਹੈਡਕੁਆਟਰ ਬਣਾਇਆ ਹੋਇਆ ਹੈ। ਤਖ਼ਤ ਸਾਹਿਬ ਦੀ ਹਦੂਦ ਦੇ ਅੰਦਰ ਸੈਕੜਿਆਂ ਦੀ ਤਾਦਾਦ ਵਿਚ ਪੁਲਿਸ ਮੁਲਾਜਮ ਸਿਵਲ ਵਰਦੀ ਵਿਚ ਤੈਨਾਤ ਕੀਤੇ ਹੋਏ ਹਨ, ਜਿੰਨ੍ਹਾਂ ਵਿਚੋਂ ਜਿਆਦਾਤਰ ਦਾ ਪਹਰਾਵਾ ਕੁੜਤਾ-ਪਜ਼ਾਮਾ ਹੀ ਬਣਿਆ ਹੋਇਆ ਹੈ। ਚਰਚਾ ਮੁਤਾਬਕ ਅਜਿਹਾ ਸੁਰੱਖਿਆ ਬੰਦੋਬਸਤ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਵਿਸਾਖੀ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਉਪਰ ਆਤਮ ਸਮਰਪਣ ਕਰਨ ਦੀ ਸੰਭਾਵਨਾ ਨੂੰ ਲੈ ਕੇ ਕੀਤਾ ਹੋਇਆ ਹੈ। ਪੁਲਿਸ ਵਲੋਂ ਤਲਵੰਡੀ ਸਾਬੋ ਅੰਦਰ ਆਉਣ ਵਾਲੇ ਹਰ ਵਾਹਨ ਦੀ ਡੁੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਇੱਥੋਂ ਤੱਕ ਬੱਸਾਂ ਤੇ ਟਰੱਕਾਂ ਵਿਚ ਵੀ ਅੰਦਰ ਵੜ ਕੇ ਕੱਲੀ-ਕੱਲੀ ਸਵਾਰੀ ਤੇ ਸਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਹਾਲਾਂਕਿ ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਇਹ ਸੁਰੱਖਿਆ ਬੰਦੋਬਸਤ ਧਾਰਮਿਕ ਮੇਲੇ ਦੇ ਕਰਕੇ ਕੀਤੇ ਗਏ ਹਨ। ਉਂਜ ਭਾਈ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਦੀ ਚੱਲ ਰਹੀ ਚਰਚਾ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਕਿਸੇ ਵੀ ਭਗੋੜੇ ਨੂੰ ਇੱਥੇ ਆਉਣ ’ਤੇ ਤੁਰੰਤ ਕਾਬੁੂ ਕਰ ਲਿਆ ਜਾਵੇਗਾ। ਉਧਰ ਪੰਜਾਬ ਵਿਚ ਬਣੇ ਹੋਏ ਖੌਫ਼ ਦੇ ਮਾਹੌਲ ਦੇ ਮੱਦੇਨਜ਼ਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅੱਜ ਦੂਜੀ ਵਾਰ ਸਿੱਖ ਸੰਗਤਾਂ ਨੂੰ ਸੋਸਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰਕੇ ਵਿਸਾਖੀ ਮੌਕੇ ਬੇਖੌਫ਼ ਹੋ ਕੇ ਪੁੱਜਣ ਦੀ ਅਪੀਲ ਕੀਤੀ ਗਈ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜਥੇਦਾਰ ਦੀ ਅਪੀਲ ਤੋਂ ਬਾਅਦ ਭਲਕੇ ਵਿਸਾਖੀ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਇੱਥੇ ਨਤਮਸਤਕ ਹੋਣ ਪੁੱਜ ਸਕਦੀਆਂ ਹਨ। ਭਲਕੇ ਹੀ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅਖੰਠ ਪਾਠਾਂ ਦੇ ਭੋਗ ਵੀ ਪਾਏ ਜਾਣਗੇ। ਜਿਸਤੋਂ ਬਾਅਦ ਗਿਆਨੀ ਹਰਪ੍ਰਰੀਤ ਸਿੰਘ ਸੰਗਤਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਢਾਡੀ ਦੀਵਾਨ ਸਜਾਏ ਜਾਣਗੇ ਅਤੇ ਅੰਮ੍ਰਿਤ ਸੰਚਾਰ ਵੀ ਸ਼ੁਰੂ ਹੋਵੇਗਾ। ਹੁਣ ਇਹ ਦੇਖਣਾ ਹੋਵੇਗਾ ਕਿ ਖੌਫ਼ ਦੇ ਇਸ ਬਣੇ ਮਾਹੌਲ ਵਿਚ ਸੰਗਤਾਂ ਕਿੰਨੀ ਵੱਡੀ ਗਿਣਤੀ ਵਿਚ ਇੱਥੇ ਪੁੱਜਦੀਆਂ ਹਨ ਤੇ ਕੀ ਭਾਈ ਅੰਮ੍ਰਿਤਪਾਲ ਸਿੰਘ ਖੁਦ ਨੂੰ ਇੱਥੇ ਪੁੱਜ ਕੇ ਪੁਲਿਸ ਸਾਹਮਣੇ ਪੇਸ਼ ਕਰਦਾ ਹੈ ਜਾਂ ਨਹੀਂ ।
ਗਿਆਨੀ ਜ਼ੈਲ ਸਿੰਘ ਸਕੂਲ ਵੱਲੋਂ ਮਿਸ਼ਨ ਲਾਈਫ ਤਹਿਤ ਪੇਂਟਿੰਗ, ਪੋਸਟਰ ਅਤੇ ਮਾਡਲ ਮੇਕਿੰਗ ਮੁਕਾਬਲੇ ਆਯੋਜਿਤ…
ਸੁਖਜਿੰਦਰ ਮਾਨ
ਬਠਿੰਡਾ, 13 ਅਪ੍ਰੈਲ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਵਾਤਾਵਰਨ ਸਿੱਖਿਆ ਨੂੰ ਸਮਰਪਿਤ ਮਿਸ਼ਨ ਲਾਈਫ਼ ਤਹਿਤ ਪੇਂਟਿੰਗ, ਪੋਸਟਰ ਮੇਕਿੰਗ, ਮਾਡਲ ਮੇਕਿੰਗ ਅਤੇ ਪ੍ਰਦਰਸ਼ਨੀਆਂ ਦੇ ਮੁਕਾਬਲੇ ਆਯੋਜਿਤ ਕੀਤੇ ਗਏ । ਸਮਾਗਮ ਦਾ ਆਯੋਜਨ ਆਰਕੀਟੈਕਚਰ ਵਿਭਾਗ ਦੇ ਮੁਖੀ ਪ੍ਰੋ: ਭੁਪਿੰਦਰਪਾਲ ਸਿੰਘ ਢੋਟ ਦੀ ਅਗਵਾਈ ਹੇਠ ਕੀਤਾ ਗਿਆ। ਯੂਨੀਵਰਸਿਟੀ ਦੇ ਡੀਨ ਖੋਜ ਅਤੇ ਵਿਕਾਸ ਪ੍ਰੋ: ਆਸ਼ੀਸ਼ ਬਾਲਦੀ ਨੇ ਸਮਾਗਮ ਦਾ ਉਦਘਾਟਨ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਸੁਚੇਤ ਕਰਦਿਆਂ ਸੁਚੱਜੀ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਆਰਕੀਟੈਕਟ ਮੀਨੂੰ ਚੌਧਰੀ, ਆਰਕੀਟੈਕਟ ਜਸਲੀਨ ਕੌਰ ਅਤੇ ਪ੍ਰੋ: ਹਰਦਰਸ਼ਨ ਸਿੰਘ ਸੋਹਲ ਨੇ ਵੱਖ-ਵੱਖ ਮੁਕਾਬਲਿਆਂ ਦੀ ਸਾਰੀ ਵਿਉਂਤਬੰਦੀ ਅਤੇ ਪ੍ਰਬੰਧ ਕੀਤੇ ਗਏ। ਇਸ ਪ੍ਰੋਗਰਾਮ ਦਾ ਫੋਕਸ ‘ਵਾਤਾਵਰਣ ਲਈ ਜੀਵਨ ਸ਼ੈਲੀ’ ਸੀ। ਵਿਦਿਆਰਥੀਆਂ ਨੇ ਊਰਜਾ ਦੀ ਬੱਚਤ, ਪਾਣੀ ਦੀ ਬੱਚਤ, ਪਲਾਸਟਿਕ ਨੂੰ ਘਟਾਉਣਾ, ਟਿਕਾਊ ਭੋਜਨ ਪ੍ਰਣਾਲੀ, ਸਿਹਤਮੰਦ ਜੀਵਨ ਸ਼ੈਲੀ ਅਤੇ ਰਹਿੰਦ-ਖੂੰਹਦ ਨੂੰ ਘਟਾਉਣ ਵਰਗੇ ਦਿੱਤੇ ਵਿਸ਼ਿਆਂ ਨੂੰ ਦਰਸਾਉਂਦੇ ਹੋਏ ਆਪਣੀ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਉਦੈ ਕੁਮਾਰ, ਹਰਮਨਪ੍ਰੀਤ ਕੌਰ ਅਤੇ ਪੰਕਜ ਨੇ ਪਹਿਲਾ, ਦੂਜਾ ਅਤੇ ਤੀਜਾ ਇਨਾਮ ਹਾਸਿਲ ਕੀਤਾ। ਜਦੋਂ ਕਿ ਪੇਂਟਿੰਗ ਮੁਕਾਬਲੇ ਵਿੱਚ ਭਿੰਦਰ ਸਿੰਘ, ਕਰਨਦੀਪ ਕੌਰ ਅਤੇ ਜਯੋਤਿਲੀਨਾ ਦਾਸ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਤਰੁਨਪ੍ਰੀਤ ਸਿੰਘ, ਸ੍ਰਿਸ਼ਟੀ ਅਤੇ ਕਿਰਨ, ਸਾਹਿਲ ਅਤੇ ਸ਼ਰਫਰਾਜ਼ ਨੇ ਮਾਡਲ ਮੇਕਿੰਗ ਵਿੱਚ ਪਹਿਲਾ, ਦੂਜਾ ਅਤੇ ਤੀਜਾ ਇਨਾਮ ਜਿੱਤਿਆ ਜਦੋਂਕਿ ਤਰੁਨਪ੍ਰੀਤ ਸਿੰਘ, ਸੁਮੰਤ ਅਤੇ ਅਕਸ਼ੈ ਕੁਮਾਰ, ਅੰਜਲੀ ਅਤੇ ਸਨੇਹਾ ਨੇ ਪ੍ਰਦਰਸ਼ਨੀ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਇਨਾਮ ਜਿੱਤਿਆ। ਡਾ: ਆਸ਼ੀਸ਼ ਬਾਲਦੀ ਅਤੇ ਡਾ: ਭੁਪਿੰਦਰਪਾਲ ਸਿੰਘ ਢੋਟ ਨੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਅਤੇ ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
ਪੁਲਿਸ ਪਬਲਿਕ ਸਕੂਲ ਵਿਖੇ ਖ਼ਾਸ ਪ੍ਰਾਰਥਨਾ ਸਭਾ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 13 ਅਪ੍ਰੈਲ : ਪੁਲਿਸ ਪਬਲਿਕ ਸਕੂਲ ਬਠਿੰਡਾ ਵਿਖੇ ਡਾ.ਅੰਬੇਦਕਰ ਜਯੰਤੀ, ਖਾਲਸਾ ਪੰਥ ਸਥਾਪਨਾ ਦਿਵਸ, ਵਿਸਾਖੀ ਅਤੇ ਜਲ੍ਹਿਆਂਵਾਲੇ ਬਾਗ ਦੇ ਵਿਸ਼ੇ ਤੇ ਨੌਂਵੀ ਜਮਾਤ ਦੇ ਵਿਦਿਆਰਥੀਆਂ ਨੇ ਖਾਸ ਪ੍ਰਾਰਥਨਾ ਸਭਾ (ਸਪੇਸ਼ਲ ਅਸੈਂਬਲੀ) ਕੀਤੀ। ਵਿਦਿਆਰਥੀਆਂ ਨੇ ਇਸ ਖਾਸ ਮੌਕੇ ਇਨ੍ਹਾਂ ਸਾਰੇ ਵਿਸ਼ਿਆਂ ਤੇ ਭਾਸ਼ਣ ਦਿੱਤੇ ਅਤੇ ਕਵਿਤਾਵਾਂ ਬੋਲੀਆਂ। ਇਸ ਦੌਰਾਨ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉੱਤਰ ਦਿੱਤੇ।ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਖਾਲਸਾ ਪੰਥ ਦਿਵਸ ਅਤੇ ਅੰਬੇਦਕਰ ਜਯੰਤੀ ਦੀਆਂ ਸ਼ੁਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਜਲ੍ਹਿਆਂਵਾਲੇ ਬਾਗ ਦੇ ਸਾਕੇ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਬੜੇ ਵਿਸਥਾਰ ਪੂਰਵਕ ਤਰੀਕੇ ਨਾਲ ਸਮਝਾਇਆ। ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਹਰ ਵਿਸ਼ੇ ਤੇ ਬੜੇ ਸਹਿਜ ਤਰੀਕੇ ਨਾਲ ਚਾਨਣਾ ਪਾਉਂਦਿਆਂ ਪ੍ਰਾਰਥਨਾ ਸਭਾ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਅੱਗੇ ਤੋਂ ਇਸੇ ਤਰ੍ਹਾਂ ਦੇ ਪ੍ਰੋਗਰਾਮ ਕਰਨ ਦੀ ਪ੍ਰੇਰਨਾ ਦਿੱਤੀ।
ਚੇਅਰਮੈਨ ਨੇ ਸਰਕਾਰੀ ਸਕੂਲ ਵਿਖੇ ਪੰਜਵੀਂ ਜਮਾਤ ਦੇ ਬੱਚਿਆਂ ਨੂੰ ਵੰਡੇ ਇਨਾਮ
ਸੁਖਜਿੰਦਰ ਮਾਨ
ਬਠਿੰਡਾ, 13 ਅਪ੍ਰੈਲ : ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਮ੍ਰਿਤ ਲਾਲ ਅਗਰਵਾਲ ਵੱਲੋਂ ਅੱਜ ਸਰਕਾਰੀ ਆਦਰਸ਼ ਪ੍ਰਾਇਮਰੀ ਸਕੂਲ ਕੈਨਾਲ ਕਲੋਨੀ ਬਠਿੰਡਾ ਵਿਖੇ ਰੱਖੇ ਇੱਕ ਸਮਾਗਮ ਦੌਰਾਨ ਬੱਚਿਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਡਲੋਂ ਸਾਲ 2022-23 ਦੇ ਬੰਧਨ ਮੁਕਤ ਫੰਡਾਂ ਵਿੱਚੋਂ ਜਗਰੂਪ ਸਿੰਘ ਗਿੱਲ ਐਮ ਐਲ ਏ ਬਠਿੰਡਾ ਸ਼ਹਿਰੀ ਦੀਆਂ ਕੋਸ਼ਿਸਾਂ ’ਤ ਸਕੂਲ ਨੂੰ ਬਾਥਰੂਮ ਬਨਾਉਣ, ਸਟੇਜ ਤੇ ਆਰ.ਓ ਵਾਟਰ ਕੂਲਰ ਲਈ 4.20 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਚੇਅਰਮੈਨ ਅਗਰਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਪ੍ਰਤੀ ਅਪਣਾਈ ਗਈ ਸੁਹਿਰਦਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਮੁਖੀ ਸੁਖਦੀਪ ਸਿੰਘ ਮਾਨ ਵੱਲੋਂ ਪਹੁੰਚੀਆਂ ਸਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਬਲਜੀਤ ਸਿੰਘ ਬੱਲੀ ਪ੍ਰਧਾਨ ਬਲਾਕ ਬਠਿੰਡਾ ਅਤੇ ਨੰਬਰਦਾਰ ਸੁਖਜੀਤ ਸਿੰਘ ਆਦਿ ਹਾਜ਼ਰ ਸਨ।
ਬਠਿੰਡਾ ਛਾਉਣੀ ’ਚ ਹੋਰ ਫ਼ੌਜੀ ਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ
ਫ਼ੌਜ ਦੇ ਅਧਿਕਾਰੀਆਂ ਮੁਤਾਬਕ ਡਿਊਟੀ ਦੌਰਾਨ ਵਾਪਰਿਆਂ ਹਾਦਸਾ
ਚਾਰ ਫ਼ੌਜੀਆਂ ਦੇ ਕਾਤਲਾਂ ਦਾ ਹਾਲੇ ਤੱਕ ਨਹੀਂ ਮਿਲਿਆ ਸੁਰਾਗ
ਸੁਖਜਿੰਦਰ ਮਾਨ
ਬਠਿੰਡਾ, 13 ਅਪ੍ਰੈਲ : ਹਾਲੇ ਬੁੱਧਵਾਰ ਸਵੇਰੇ ਕਰੀਬ ਚਾਰ ਵਜੇਂ ਫ਼ੌਜੀ ਛਾਉਣੀ ’ਚ ਵਾਪਰੇ ਗੋਲੀ ਕਾਂਡ ਦੌਰਾਨ ਮਾਰੇ ਗਏ ਚਾਰ ਫ਼ੌਜੀਆਂ ਦੇ ਮਾਮਲੇ ’ਚ ਦੋਸ਼ੀਆਂ ਦੀ ਗ੍ਰਿਫਤਾਰੀ ਹਾਲੇ ਤੱਕ ਨਹੀਂ ਹੋ ਸਕੀ ਹੈ ਪਰ ਦੂਜੇ ਪਾਸੇ ਬੀਤੀ ਸ਼ਾਮ ਹੀ ਛਾਉਣੀ ਵਿਚ ਵਾਪਰੇ ਇੱਕ ਹੋਰ ਹਾਦਸੇ ਵਿਚ ਇੱਕ ਹੋਰ ਫ਼ੌਜੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਪੱਛਮੀ ਬੰਗਾਲ ਨਾਲ ਸਬੰਧਤ 30 ਸਾਲਾਂ
ਗੰਨਰ ਤੇਜਸ਼ ਲਾਹੁਰਾਜ ਮਨਕਾਰ ਦਸਿਆ ਜਾ ਰਿਹਾ ਹੈ, ਜਿਹੜਾ ਫ਼ੌਜ ਦੀ ਸਿਗਨਲ ਕੋਰ ਵਿਚ ਤੈਨਾਤ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਮ੍ਰਿਤਕ ਦੇ ਸਿਰ ਉਪਰ ਸੱਜ਼ੇ ਪਾਸੇ ਗੋਲੀ ਲੱਗੀ ਹੋਈ ਹੈ। ਇਹ ਘਟਨਾ ਮ੍ਰਿਤਕ ਫ਼ੌਜੀ ਕੋਲ ਮੌਜੂਦ ਸਰਕਾਰੀ ਰਾਈਫ਼ਲ ਵਿਚੋਂ ਗੋਲੀ ਚੱਲਣ ਕਾਰਨ ਹੋਈ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਅਚਾਨਕ ਗੋਲੀ ਚੱਲਣ ਕਾਰਨ ਵਾਪਰੀ ਜਾਂ ਫ਼ਿਰ ਫ਼ੌਜੀ ਵਲੋਂ ਆਤਮਹੱਤਿਆ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਸਦੇ ਬਾਰੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਮਾਮਲੇ ਵਿਚ ਫ਼ੌਜ ਦੇ ਅਧਿਕਾਰੀਆਂ ਦੇ ਬਿਆਨਾਂ ਤੋਂ ਬਾਅਦ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਥਾਣਾ ਕੈਂਟ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਨੇ ਦਸਿਆ ਕਿ ਮ੍ਰਿਤਕ ਫ਼ੌਜੀ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਵਿਚੋਂ ਕਰਵਾਇਆ ਜਾ ਰਿਹਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਤੇਜ਼ਸ ਲਾਹੁਰਾਜ ਦੋ-ਤਿੰਨ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਪਰਤਿਆਂ ਸੀ। ਉਧਰ ਭਾਰਤੀ ਫੌਜ ਦੇ ਇੱਕ ਬੁਲਾਰੇ ਮੁਤਾਬਕ ਘਟਨਾ ਸਮੇਂ ਮ੍ਰਿਤਕ ਜਵਾਨ ਆਪਣੇ ਹਥਿਆਰ ਨਾਲ ਸੰਤਰੀ ਦੀ ਡਿਊਟੀ ਨਿਭਾਂ ਰਿਹਾ ਸੀ। ਦੂਜੇ ਪਾਸੇ 72 ਘੰਟੇ ਬੀਤਣ ਦੇ ਬਾਵਜੂਦ ਵੀ ਬੀਤੇ ਕੱਲ ਸਵੇਰ ਸਮੇਂ ਅਗਿਆਤ ਲੋਕਾਂ ਵਲੋਂ ਗੋਲੀਆਂ ਨਾਲ ਮਾਰੇ ਗਏ ਚਾਰ ਫ਼ੌਜੀ ਜਵਾਨਾਂ ਦੇ ਕਾਤਲਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਹੈ। ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਸਹਿਤ ਥਾਣਾ ਕੈਂਟ ਦੇ ਐਸਐਚਓ ਅੱਜ ਸਵੇਰ ਤੋਂ ਹੀ ਫ਼ੌਜੀ ਛਾਉਣੀ ਵਿਚ ਪੁੱਜੇ ਹੋਏ ਸਨ। ਸੂਤਰਾਂ ਮੁਤਾਬਕ ਫ਼ੌਜ ਦੇ ਅਧਿਕਾਰੀ ਖ਼ੁਦ ਇਸ ਜਾਂਚ ਦੇ ਕੰਮ ਵਿਚ ਲੱਗੇ ਹੋਏ ਹਨ। ਇਹ ਵੀ ਪਤਾ ਲੱਗਿਆ ਹੈ ਕਿ ਬੀਤੇ ਕੱਲ ਕਤਲ ਲਈ ਵਰਤੀ ਗਈ ਰਾਈਫ਼ਲ ਲੱਭਣ ਦੇ ਬਾਵਜੂਦ ਭਾਰੀ ਖੋਜ ਦੇ ਬਾਵਜੂਦ ਕਾਤਲਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।
ਡਾ. ਨਸੀਰ ਉਦ-ਦੀਨ ਸੋਫੀ ਅਤੇ ਪ੍ਰੋ. ਸੁਨੀਤਾ ਕੁਮਾਰੀ ਦੀ ਕਿਤਾਬ “ਫੋਨੈਟਿਕਸ ਐਂਡ ਗਰਾਮਰ ਦਾ ਲੋਕ ਅਰਪਣ”
ਸੁਖਜਿੰਦਰ ਮਾਨ
ਬਠਿੰਡਾ, 13 ਅਪ੍ਰੈਲ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਵੱਲੋਂ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਡਾ. ਨਸੀਰ ਉਦ-ਦੀਨ ਸੋਫੀ ਅਤੇ ਪ੍ਰੋ. ਸੁਨੀਤਾ ਕੁਮਾਰੀ ਦੀ ਕਿਤਾਬ ਫੈਨੋਟਿਕਸ ਐਂਡ ਗਰਾਮਰ ਦਾ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਡਾ. ਸਿੱਧੂ ਨੇ ਲੇਖਕਾਂ ਨੂੰ ਕਿਤਾਬ ਦੇ ਰਿਲੀਜ਼ ਹੋਣ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਕਿਤਾਬ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਬੋਲਣ ਸਮੇਂ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਸਹਾਈ ਹੋਵੇਗੀ। ਉਹਨਾਂ ਦੱਸਿਆ ਕਿ ਹੱਥਲੀ ਕਿਤਾਬ ਨਵੀਂ ਸਿੱਖਿਆ ਨਿਤੀ 2020 ਅਨੁਸਾਰ ਤਿਆਰ ਕੀਤੀ ਗਈ ਹੈ। ਇਸ ਦਾ ਵਿਸ਼ਾ ਵਸਤੂ ਉੱਚ ਕੋਟੀ ਦਾ ਹੈ ਲੇਖਨ ਦੀ ਭਾਸ਼ਾ ਸਰਲ ਹੋਣ ਕਾਰਨ ਪਾਠਕਾਂ ਦੇ ਜਲਦੀ ਸਮਝ ਆਉਣ ਵਾਲੀ ਹੈ। ਇਸ ਮੌਕੇ ਪ੍ਰੋ.(ਡਾ.) ਪੁਸ਼ਪਿੰਦਰ ਸਿੰਘ ਔਲਖ ਅਤੇ ਡਾ. ਸਤਨਾਮ ਸਿੰਘ ਜੱਸਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਾ. ਜੱਸਲ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਅੰਗ੍ਰੇਜ਼ੀ ਭਾਸ਼ਾ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਇਸ ਕਿਤਾਬ ਰਾਹੀਂ ਵਿਦਿਆਰਥੀ ਆਪਣੀ ਗਰਾਮਰ ਅਤੇ ਉਚਾਰਨ ਨੂੰ ਸੁਧਾਰ ਸਕਦੇ ਹਨ। ਕਿਤਾਬ ਪਾਠਕਾਂ ਦੀ ਸੋਚ ਅਤੇ ਕਲਪਨਾ ਨੂੰ ਵਿਸ਼ਾਲ ਕਰਦੀ ਹੈ।





