Sunday, May 24, 2026
Home Blog Page 2145

ਡਿਪਟੀ ਕਮਿਸ਼ਨਰ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਆਦੇਸ਼

0

ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕਿਹਾ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਸੁਖਜਿੰਦਰ ਮਾਨ
ਬਠਿੰਡਾ, 13 ਅਪ੍ਰੈਲ : ਜ਼ਿਲ੍ਹੇ ’ਚ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾਂ ਲੈਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ। ਇਸ ਸਬੰਧ ਵਿਚ ਅੱਜ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਮੰਡੀਕਰਨ ਵਿੱਚ ਕੋਈ ਵੀ ਦਿੱਕਤ ਦਰਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀ ਚ ਕਿਸਾਨਾਂ ਲਈ ਸਾਫ਼ ਪੀਣ ਯੋਗ ਪਾਣੀ, ਰੌਸ਼ਨੀ, ਛਾਂ ਅਤੇ ਲੇਬਰ ਆਦਿ ਸਬੰਧੀ ਸਾਰੇ ਪੁਖ਼ਤਾ ਇੰਤਜਾਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖ਼ਰੀਦ ਅਤੇ ਲਿਫ਼ਿਟਿੰਗ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਫਸਲ ਦੀ ਅਦਾਇਗੀ ਨਾਲੋਂ-ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆ ਕਿਹਾ ਕਿ ਉਹ ਆਪਣੀ ਸਾਫ਼ ਤੇ ਸੁੱਕੀ ਫ਼ਸਲ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਏਐਫ਼ਐਸਓ ਹਰਸ਼ਤ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਗੁਰਵਿੰਦਰ ਸਿੰਘ, ਡੀਐਮ ਐਫ਼ਸੀਆਈ ਸਮਰ ਵਰਮਾ, ਡੀਐਮ ਪਨਸਪ ਅਮ੍ਰਿਤਪਾਲ ਸਿੰਘ, ਡੀਐਮ ਵੇਅਰਹਾਊਸ ਰਾਜੀਵ ਕੁਮਾਰ, ਡੀਐਮ ਮਾਰਕਫੈਡ ਮਨਦੀਪ ਸਿੰਘ ਬਰਾੜ, ਐਫਸੀਆਈ ਦੇ ਖ਼ਰੀਦ ਮੈਨੇਜ਼ਰ ਵਰੁਣ ਪ੍ਰਸ਼ਾਂਤ ਆਦਿ ਅਧਿਕਾਰੀ ਹਾਜ਼ਰ ਸਨ।

ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਸਾਡੀ ਸਰਕਾਰ ਕਰੇਗੀ-ਮੁੱਖ ਮੰਤਰੀ

0

ਹਰੇਕ ਗੱਲ ’ਤੇ ਕੇਂਦਰ ਦੀਆਂ ਮਿੰਨਤਾਂ ਨਹੀਂ ਕਰਾਂਗੇ, ਕਣਕ ਦੀ ਖਰੀਦ ’ਤੇ ਲਾਏ ਕੱਟ ’ਤੇ ਮੁੱਖ ਮੰਤਰੀ ਦੀ ਕੇਂਦਰ ਨੂੰ ਦੋ ਟੁੱਕ
ਨੁਕਸਾਨ ਝੱਲ ਰਹੇ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਨਿਹਾਲਗੜ੍ਹ (ਸੰਗਰੂਰ), 12 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕੱਢਾਂਗੇ ਸਗੋਂ ਖਰਾਬ ਹੋਈ ਕਣਕ ਦੀ ਫਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ।ਮਹਾਨ ਆਜ਼ਾਦੀ ਘੁਲਾਟੀਏ ਤੇਜਾ ਸਿੰਘ ਸੁਤੰਤਰ ਦੇ ਪਰਦੇ ਤੋਂ ਬੁੱਤ ਹਟਾਉਣ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ, “ਅਸੀਂ ਫਸਲ ਦੇ ਮੁੱਲ ਵਿਚ ਕਟੌਤੀ ਨਾ ਕਰਨ ਲਈ ਕੇਂਦਰ ਅੱਗੇ ਤਰਲੇ ਨਹੀਂ ਕੱਢਾਂਗੇ ਪਰ ਜਦੋਂ ਕੇਂਦਰ ਸਰਕਾਰ ਕੌਮੀ ਅਨਾਜ ਭੰਡਾਰ ਲਈ ਸਾਥੋਂ ਕਣਕ-ਝੋਨੇ ਸਪਲਾਈ ਮੰਗੇਗੀ, ਓਸ ਵੇਲੇ ਅਸੀਂ ਕਿਸਾਨਾਂ ਦੇ ਹਿੱਤ ਵਿਚ ਮੁਆਵਜ਼ਾ ਮੰਗਾਂਗੇ।”ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਪਰ ਕੇਂਦਰ ਸਰਕਾਰ ਨੇ ਔਖੇ ਸਮੇਂ ਕਿਸਾਨਾਂ ਦੀ ਬਾਂਹ ਨਹੀਂ ਫੜੀ। ਉਲਟਾ ਨੁਕਸਾਨੀ ਫਸਲ, ਸੁੰਗੜੇ ਤੇ ਟੁੱਟੇ ਦਾਣਿਆਂ ਅਤੇ ਵੱਧ ਨਮੀ ਕਾਰਨ ਮੁੱਲ ਵਿਚ ਕਟੌਤੀ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਉਤੇ ਲੂਣ ਛਿੜਕਿਆ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਸੁੰਗੜੇ ਤੇ ਟੁੱਟੇ ਦਾਣਿਆਂ ਲਈ 18 ਫੀਸਦੀ ਤੱਕ ਢਿੱਲ ਦੇਣ ਦੇ ਨਾਲ ਹੀ ਸ਼ਰਤਾਂ ਥੋਪ ਦਿੱਤੀਆਂ।ਇਸ ਬਾਰੇ ਹੋਰ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਛੇ ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਲਈ ਮੁੱਲ ਵਿਚ ਕੋਈ ਕਟੌਤੀ ਨਹੀਂ ਪਰ ਛੇ ਫੀਸਦੀ ਤੋਂ ਅੱਠ ਫੀਸਦੀ ਤੱਕ ਟੁੱਟੇ ਤੇ ਸੁੰਗੜੇ ਦਾਣਿਆਂ ਵਾਲੀ ਫਸਲ ਉਤੇ ਮੁੱਲ ਵਿਚ ਪ੍ਰਤੀ ਕੁਇੰਟਲ 5.31 ਰੁਪਏ ਦੀ ਕਟੌਤੀ ਲਾਗੂ ਕੀਤੀ ਗਈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਅੱਠ ਤੋਂ 10 ਫੀਸਦੀ ਤੱਕ ਪ੍ਰਤੀ ਕੁਇੰਟਲ 10.62 ਰੁਪਏ ਕਟੌਤੀ ਜਦਕਿ 10 ਤੋਂ 12 ਫੀਸਦੀ ਤੱਕ ਪ੍ਰਤੀ ਕੁਇੰਟਲ 15.93 ਰੁਪਏ ਕਟੌਤੀ ਦੀ ਸ਼ਰਤ ਲਾ ਦਿੱਤੀ ਗਈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੇ ਇਸ ਆਪਹੁਦਰੇ ਫੈਸਲੇ ਨਾਲ 12 ਫੀਸਦੀ ਤੋਂ 14 ਫੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣਿਆਂ ਵਾਲੀ ਫਸਲ ਦੇ ਮੁੱਲ ਵਿਚ ਪ੍ਰਤੀ ਕੁਇੰਟਲ ਵਿਚ 21.25 ਰੁਪਏ ਦੀ ਕਾਟ, 14 ਤੋਂ 16 ਫੀਸਦੀ ਤੱਕ ਪ੍ਰਤੀ ਕੁਇੰਟਲ 26.56 ਰੁਪਏ ਦੀ ਕਾਟ ਜਦਕਿ 16 ਤੋਂ 18 ਫੀਸਦੀ ਤੱਕ ਮੁੱਲ ਵਿਚ ਪ੍ਰਤੀ ਕੁਇੰਟਲ 31.87 ਰੁਪਏ ਕਟੌਤੀ ਦੀ ਸ਼ਰਤ ਥੋਪ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਮੁਤਾਬਕ ਕਣਕ ਦੇ 10 ਫੀਸਦੀ ਬਦਰੰਗ ਦਾਣਿਆਂ ਵਿਚ ਮੁੱਲ ਵਿਚ ਕੋਈ ਕਟੌਤੀ ਨਹੀਂ। ਉਨ੍ਹਾਂ ਕਿਹਾ ਕਿ 10 ਫੀਸਦੀ ਤੋਂ 80 ਫੀਸਦੀ ਬਦਰੰਗ ਫਸਲ ਉਤੇ ਪ੍ਰਤੀ ਕੁਇੰਟਲ 5.31 ਰੁਪਏ ਦਾ ਕੱਟ ਲੱਗੇਗਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪਹਿਲਾਂ ਹੀ ਸੂਬੇ ਦਾ ਜੀ.ਐਸ.ਟੀ. ਅਤੇ ਆਰ.ਡੀ.ਐਫ. ਦਾ ਬਣਦਾ ਹਿੱਸਾ ਅਜੇ ਤੱਕ ਜਾਰੀ ਨਹੀਂ ਕੀਤਾ ਅਤੇ ਹੁਣ ਕਿਸਾਨਾਂ ਉਤੇ ਇਹ ਫੈਸਲਾ ਥੋਪ ਦਿੱਤਾ ਜੋ ਪਹਿਲਾਂ ਹੀ ਬੇਮੌਸਮੇ ਮੀਂਹ ਕਾਰਨ ਸੰਕਟ ਵਿੱਚੋਂ ਗੁਜ਼ਰ ਰਹੇ ਹਨ।ਕਿਸਾਨਾਂ ਨੂੰ ਕੋਈ ਫਿਕਰ ਨਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ਉਤੇ ਕਿਸਾਨਾਂ ਦੇ ਹਿੱਤ ਮਹਿਫੂਜ਼ ਰੱਖਣ ਦੇ ਸਮਰੱਥ ਹੈ ਅਤੇ ਅਨੰਦਾਤਿਆਂ ਦੀ ਮਦਦ ਲਈ ਕੇਂਦਰ ਅੱਗੇ ਹੱਥ ਨਹੀਂ ਅੱਡੇਗੀ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਕੇਂਦਰ ਨੇ ਪ੍ਰਭਾਵਿਤ ਫਸਲ, ਕਣਕ ਦੇ ਸੁੰਗੜੇ ਤੇ ਟੁੱਟੇ ਦਾਣਿਆਂ ਕਾਰਨ ਮੁੱਲ ਵਿਚ ਕਟੌਤੀ ਕਰਨ ਦਾ ਫੈਸਲਾ ਲਿਆ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸਥਿਤੀ ਵਿਚ ਕਿਸਾਨਾਂ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਮੁੱਲ ਵਿਚ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫਸਲਾਂ ਦੇ ਖਰਾਬੇ ਲਈ ਮੁਆਵਜ਼ਾ ਰਾਸ਼ੀ ਵਿਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਫੀਸਦੀ ਤੋਂ ਵੱਧ ਖਰਾਬੇ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਇਸ ਵਾਰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਹਰ ਕੀਮਤ ਉਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਖਰਾਬੇ ਦਾ ਮੁਆਵਜ਼ਾ ਵੰਡ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿਚ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਗਿਰਦਾਵਰੀ ਕਰਵਾਉਣ ਤੋਂ ਪਹਿਲਾਂ ਕਿਸਾਨਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਗਿਰਦਾਵਰੀ ਸਿਰਫ਼ ਦਫ਼ਤਰਾਂ ਜਾਂ ਸਿਆਸੀ ਤੌਰ ਉਤੇ ਰਸੂਖਦਾਰ ਲੋਕਾਂ ਦੇ ਘਰਾਂ ਵਿਚ ਹੀ ਹੁੰਦੀ ਸੀ ਪਰ ਹੁਣ ਨਿਰਪੱਖ ਢੰਗ ਨਾਲ ਗਿਰਦਾਵਰੀ ਕੀਤੀ ਜਾ ਰਹੀ ਹੈ ਤਾਂ ਕਿ ਹਰੇਕ ਕਿਸਾਨ ਨੂੰ ਮੁਆਵਜ਼ਾ ਮਿਲ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਕੰਮ ਕਰਦਿਆਂ ਸੂਬਾ ਸਰਕਾਰ ਨੇ ਪਹਿਲਾਂ ਹੀ ਗੰਨੇ ਦੇ ਸਾਰੇ ਬਕਾਏ ਦਾ ਭੁਗਤਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਪਿਛਲੇ ਸਾਲ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਅਤੇ ਇਸ ਸਾਲ ਵੀ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ: ਮੁੱਖ ਮੰਤਰੀ

0

ਟੋਲ ਪਲਾਜ਼ਿਆਂ ਨੂੰ ਅਸਲ ਵਿੱਚ ਆਮ ਲੋਕਾਂ ਦੀ ਲੁੱਟ ਲਈ ਖੁੱਲ੍ਹੀਆਂ ਦੁਕਾਨਾਂ ਦੱਸਿਆ
ਇਹ ਟੋਲ ਪਲਾਜ਼ਾ ਬੰਦ ਹੋਣ ਕਾਰਨ ਆਮ ਲੋਕਾਂ ਦੇ ਰੋਜ਼ਾਨਾ 3.80 ਲੱਖ ਰੁਪਏ ਬਚਣਗੇ
ਪਿਛਲੀਆਂ ਸਰਕਾਰਾਂ ਆਪਣੇ ਸਵਾਰਥਾਂ ਲਈ ਅਜਿਹੇ ਡਿਫਾਲਟਰਾਂ ਦੀ ਢਾਲ ਬਣੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਸਮਾਣਾ, 12 ਅਪ੍ਰੈਲ: ਪੰਜਾਬ ਭਰ ਵਿੱਚ ਟੋਲ ਪਲਾਜ਼ੇ ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ ਆਖਿਆ ਕਿ ਜਨਤਕ ਹਿੱਤ ਵਿੱਚ ਇਹ ਟੋਲ ਪਲਾਜ਼ਾ ਬੰਦ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ। ਸਮਾਣਾ-ਪਾਤੜਾਂ ਸੜਕ ਉਤੇ ਟੋਲ ਪਲਾਜ਼ਾ ਬੰਦ ਕਰਵਾਉਣ ਮਗਰੋਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਟੋਲ ਪਲਾਜ਼ੇ ਅਸਲ ਵਿੱਚ ਆਮ ਲੋਕਾਂ ਦੀ ਖੁੱਲ੍ਹੀ ਲੁੱਟ ਕਰਨ ਵਾਲੀਆਂ ਦੁਕਾਨਾਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੋਲ ਵਾਲਿਆਂ ਨੇ ਆਪਣੇ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਛਿੱਕੇ ਟੰਗ ਕੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਜਨਤਕ ਹਿੱਤ ਵਿੱਚ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਵਿਰੁੱਧ ਕੋਈ ਕਾਰਵਾਈ ਕਰਨ ਦੀ ਬਜਾਏ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਬੇਨਿਯਮੀਆਂ ਬਾਰੇ ਆਪਣੀਆਂ ਅੱਖਾਂ ਬੰਦ ਕਰ ਲਈਆਂ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਲੋਕਾਂ ਨੇ ਸਰਕਾਰਾਂ ਨੂੰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਚੁਣਿਆ ਪਰ ਸੱਤਾ ਦੇ ਭੁੱਖੇ ਸਿਆਸਤਦਾਨਾਂ ਨੇ ਆਪਣੇ ਸਵਾਰਥਾਂ ਲਈ ਅਜਿਹੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਆਮ ਲੋਕਾਂ ਦੀ ਪਰਵਾਹ ਨਾ ਕਰਦਿਆਂ ਗ਼ੈਰ ਕਾਨੂੰਨੀ ਢੰਗ ਨਾਲ ਪੈਸਾ ਬਣਾਉਣ ਦੀ ਇਜਾਜ਼ਤ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਬੰਦ ਹੋਏ ਟੋਲ ਪਲਾਜ਼ਿਆਂ ਵਿੱਚੋਂ ਇਕ ਉਤੇ ਵੀ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਤੇ ਰਿਕਵਰੀ ਵੈਨ ਦਾ ਪ੍ਰਬੰਧ ਨਹੀਂ ਦਿਸਿਆ।ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ੇ ਦਾ ਸਮਝੌਤਾ 1 ਸਤੰਬਰ 2005 ਨੂੰ ਕੈਪਟਨ ਸਰਕਾਰ ਸਮੇਂ ਹੋਇਆ ਸੀ ਅਤੇ ਇਹ ਟੋਲ ਸਾਢੇ ਸੋਲਾਂ ਸਾਲ ਲਈ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕਈ ਊਣਤਾਈਆਂ ਕਾਰਨ ਕੰਪਨੀ ਉਤੇ 1.48 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਊਣਤਾਈਆਂ ਕਾਰਨ ਇਸ ਟੋਲ ਨੂੰ 24 ਜੂਨ 2013 ਨੂੰ ਬੰਦ ਕੀਤਾ ਜਾ ਸਕਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੋਇਆ ਅਤੇ ਇਸ ਸੜਕ ਦੀ ਦੂਜੀ ਮੁਰੰਮਤ ਨਾ ਕਰਨ ਕਾਰਨ ਇਹ ਟੋਲ 16 ਅਕਤੂਬਰ 2018 ਨੂੰ ਬੰਦ ਕੀਤਾ ਜਾ ਸਕਦਾ ਸੀ ਪਰ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਸੀ।ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਜਦੋਂ ਸਾਡੀ ਸਰਕਾਰ ਨੇ ਉਲੰਘਣਾ ਲਈ ਟੋਲ ਪਲਾਜ਼ੇ ਨੂੰ ਨੋਟਿਸ ਜਾਰੀ ਕੀਤਾ ਪਰ ਕੰਪਨੀ ਅਦਾਲਤ ਵਿੱਚ ਚਲੀ ਗਈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਇਹ ਅਰਜ਼ੀ ਰੱਦ ਕਰ ਦਿੱਤੀ ਅਤੇ ਸਰਕਾਰ ਨੇ ਵਡੇਰੇ ਜਨਤਕ ਹਿੱਤ ਵਿੱਚ ਇਸ ਨੂੰ ਬੰਦ ਕਰਨ ਦਾ ਫੈਸਲਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਬੰਦ ਹੋਣ ਕਾਰਨ ਆਮ ਲੋਕਾਂ ਦਾ 3.80 ਲੱਖ ਰੁਪਏ ਰੋਜ਼ਾਨਾ ਬਚੇਗਾ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਤੇ ਕੋਵਿਡ ਮਹਾਂਮਾਰੀ ਦਾ ਬਹਾਨਾ ਲਗਾ ਕੇ ਕੰਪਨੀ ਨੇ ਟੋਲ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਇਸ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੰਮ ਪਹਿਲਾਂ ਹੋ ਜਾਣਾ ਚਾਹੀਦਾ ਸੀ ਪਰ ਪਹਿਲੇ ਮੁੱਖ ਮੰਤਰੀਆਂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਦੀ ਪਰਵਾਹ ਨਹੀਂ ਕੀਤੀ, ਸਗੋਂ ਕੰਪਨੀ ਦੇ ਹਿੱਤਾਂ ਪੂਰਨ ਲਈ ਦਿਨ-ਰਾਤ ਕੰਮ ਕੀਤਾ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਲੋਕਾਂ ਤੋਂ ਲੁੱਟਿਆ ਇਕ-ਇਕ ਪੈਸਾ ਹਰ ਹੀਲੇ ਵਾਪਸ ਕਰਵਾਇਆ ਜਾਵੇਗਾ ਅਤੇ ਇਸ ਕੰਪਨੀ ਵਿਰੁੱਧ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਕ ਸਾਲ ਪਹਿਲਾਂ ਇਲੈਕਟ?ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦਾ ਬਟਨ ਦਬਾ ਕੇ ਉਨ੍ਹਾਂ ਨੂੰ ਸਰਕਾਰ ਬਣਾਉਣ ਲਈ ਚੁਣਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਇਕ ਸਾਲ ਦੇ ਅੰਦਰ-ਅੰਦਰ ਉਹ ਰੋਜ਼ਾਨਾ ਚਾਰ ਤੋਂ ਪੰਜ ਬਟਨ ਦਬਾ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰਾਜੈਕਟ ਸਮਰਪਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣੇਗਾ।ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਦਫ਼ਾ ਇਸ ਦਿਸ਼ਾ ਵਿੱਚ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਦੂਰ ਨਹੀਂ ਹੈ ਕਿਉਂਕਿ ਪਹਿਲਾਂ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ਤਾਂ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬੇਅਦਬੀ ਦੇ ਕੇਸਾਂ ਵਿੱਚ ਇਨਸਾਫ਼ ਪਹਿਲਾਂ ਵੀ ਹੋ ਸਕਦਾ ਸੀ ਪਰ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਹੀ ਨਹੀਂ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਵੈਰ ਭਾਵ ਰੱਖਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਦਾ ਪੁੱਤਰ ਇੰਨੇ ਪ੍ਰਭਾਵਸ਼ਾਲੀ ਤਰੀਕੇ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਦੇ ਹਿੱਤਾਂ ਦੀ ਪਰਵਾਹ ਕੀਤੇ ਬਗ਼ੈਰ ਆਪਣੇ ਫਾਇਦਿਆਂ ਲਈ ਕੰਮ ਕਰਦੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਇਕ ਸਕੂਲ ਅਧਿਆਪਕ ਦਾ ਪੁੱਤ ਲੋਕਾਂ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰ ਰਿਹਾ ਹੈ।ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਹਾਜ਼ਰ ਸਨ।

ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ 36.9 ਕਿਲੋ ਹੈਰੋਇਨ ਬਰਾਮਦ; ਚਾਰ ਵਿਅਕਤੀ ਕਾਬੂ

0

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਗ੍ਰਿਫ਼ਤਾਰ ਵਿਅਕਤੀ ਡਰੋਨ ਰਾਹੀਂ ਸੁੱਟੀ ਨਸ਼ੀਲੇ ਪਦਾਰਥਾਂ ਦੀ ਖੇਪ ਰਾਜਸਥਾਨ ਤੋਂ ਲੈ ਕੇ ਆ ਰਹੇ ਸਨ: ਡੀਜੀਪੀ ਗੌਰਵ ਯਾਦਵ
ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਡੀਆਈਜੀ ਫਿਰੋਜ਼ਪੁਰ ਰੇਂਜ
ਪੰਜਾਬੀ ਖ਼ਬਰਸਾਰ ਬਿਉਰੋ
ਫਾਜ਼ਿਲਕਾ, 12 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਫਾਜ਼ਿਲਕਾ ਦੇ ਪਿੰਡ ਲਾਲੋ ਵਾਲੀ ਦੇ ਇਲਾਕੇ ’ਚੋਂ 35 ਪੈਕੇਟ ਹੈਰੋਇਨ, ਜਿਸ ਦਾ ਵਜ਼ਨ 36.9 ਕਿਲੋ ਹੈ, ਬਰਾਮਦ ਕਰਕੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ, ਜਸਪਾਲ ਸਿੰਘ ਉਰਫ਼ ਗੋਪੀ, ਸੁਖਦੇਵ ਸਿੰਘ ਅਤੇ ਦਿਆਲਵਿੰਦਰ ਸਿੰਘ ਸਾਰੇ ਵਾਸੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਦੋ ਸੀਡੈਨ ਕਾਰਾਂ, ਜਿਹਨਾਂ ਵਿੱਚ ਚਿੱਟੇ ਰੰਗ ਦੀ ਹੁੰਡਈ ਐਲਾਂਟਰਾ (ਪੀਬੀ-02-ਡੀਪੀ-0717) ਅਤੇ ਇੱਕ ਸਿਲਵਰ ਹੌਂਡਾ ਸਿਵਿਕ (ਪੀਬੀ-63-ਡੀ-2370) ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ ਜਿਹਨਾਂ ਦੀ ਵਰਤੋਂ ਰਾਜਸਥਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕੀਤੀ ਗਈ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਰਾਜਸਥਾਨ ਤੋਂ ਪੰਜਾਬ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਆਮਦ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ’ਤੇ ਫਾਜ਼ਿਲਕਾ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਪਿੰਡ ਲਾਲੋ ਵਾਲੀ ਦੇ ਇਲਾਕੇ ਵਿੱਚ ਨਹਿਰੀ ਪੁਲ ਨੇੜੇ ਮੁਹਿੰਮ ਚਲਾਈ, ਜਿੱਥੇ ਇਹ ਚਾਰ ਵਿਅਕਤੀ ਆਪਣੀ ਕਾਰ ਵਿੱਚ ਬੈਠ ਹੋਏ ਕਿਸੇ ਵਿਅਕਤੀ ਦੀ ਉਡੀਕ ਕਰ ਰਹੇ ਸਨ। ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ 24.295 ਕਿਲੋਗ੍ਰਾਮ ਹੈਰੋਇਨ ਦੇ 23 ਪੈਕਟ ਬਰਾਮਦ ਕੀਤੇ ਹਨ, ਜੋ ਕਿ ਐਲਾਂਟਰਾ ਕਾਰ ਦੀਆਂ ਖਿੜਕੀਆਂ ਦੀ ਗੱਤੇ ਦੀ ਚਾਦਰ ਵਿੱਚ ਵਿੱਚ ਲੁਕਾ ਕੇ ਰੱਖੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਫੜੇ ਗਏ ਨਸ਼ਾ ਤਸਕਰਾਂ ਵੱਲੋਂ ਦੱਸੇ ਗਏ ਟਿਕਾਣੇ ਤੋਂ 12.620 ਕਿਲੋਗ੍ਰਾਮ ਹੈਰੋਇਨ ਦੇ 12 ਹੋਰ ਪੈਕੇਟ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ, ਮੁਲਜ਼ਮ ਰਾਜਸਥਾਨ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੀ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਸਨ।ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਇਸ ਗਿਰੋਹ ਵਿੱਚ ਸ਼ਾਮਲ ਹੋਰ ਲੋਕਾਂ ਅਤੇ ਪੰਜਾਬ ਨਾਲ ਸਬੰਧਤ ਵਿਅਕਤੀ, ਜਿਸ ਵੱਲੋਂ ਇਹ ਖੇਪ ਮੰਗਵਾਈ ਗਈ ਸੀ, ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21(ਸੀ), 23, 29 ਤਹਿਤ ਐੱਫ.ਆਈ.ਆਰ ਨੰਬਰ 58 ਮਿਤੀ 12.04.2023 ਦਰਜ ਕੀਤੀ ਗਈ ਹੈ।

ਸਿੱਖਿਆ ਵਿਕਾਸ ਮੰਚ ਮਾਨਸਾ ਦਾ ਨਿਵੇਕਲਾ ਉਪਰਾਲਾ,ਪੰਜਵੀਂ ਚੋਂ ਸੌ ਫੀਸਦੀ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

0

ਪੰਜਾਬ ਭਰ ਚੋਂ ਮਾਨਸਾ ਦੇ ਵਿਦਿਆਰਥੀਆਂ ਦਾ ਪਹਿਲੇ, ਦੂਜੇ ਨੰਬਰ ’ਤੇ ਆਉਣਾ ਵੱਡੀ ਪ੍ਰਾਪਤੀ- ਡਿਪਟੀ ਕਮਿਸ਼ਨਰ ਬਲਦੀਪ ਕੌਰ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 12 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਸਿੱਖਿਆ ਵਿਭਾਗ ਵੱਲ੍ਹੋਂ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਉਨ੍ਹਾਂ 27 ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ, ਜਿੰਨਾਂ ਨੇ ਨਾ ਸਿਰਫ ਪੰਜਵੀਂ ਜਮਾਤ ਵਿਚੋਂ 500/500 ਅੰਕ ਹਾਸਲ ਕੀਤੇ, ਸਗੋਂ ਪੰਜਾਬ ਭਰ ਚੋਂ ਪਹਿਲਾ, ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਜ਼ਿਲ੍ਹਾ ਮਾਨਸਾ ਦਾ ਨਾਮ ਪੂਰੇ ਪੰਜਾਬ ਚ ਰੋਸ਼ਨ ਕੀਤਾ। ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਸਿੱਖਿਆ ਪ੍ਰਾਪਤੀਆਂ ’ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਪੰਜਾਬ ਭਰ ਚ 600 ਤੋਂ ਵੱਧ ਵਿਦਿਆਰਥੀਆਂ ਦੇ ਸੌ ਫੀਸਦੀ ਨੰਬਰ ਆਉਣੇ ਇਹ ਪੰਜਾਬ ਸਰਕਾਰ ਦੀ ਸਿੱਖਿਆ ਖੇਤਰ ਪ੍ਰਤੀ ਗੰਭੀਰਤਾ ਅਤੇ ਮਿਆਰੀ ਸਿੱਖਿਆ ਦੀ ਸ਼ੁਰੂਆਤ ਹੈ,ਜਿਸ ਦੇ ਭਵਿੱਖ ਚ ਸਾਰਥਿਕ ਨਤੀਜੇ ਸਾਹਮਣੇ ਆਉਣਗੇ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ੍ਹੋਂ ਸਿੱਖਿਆ ਪ੍ਰਤੀ ਯਤਨਾਂ ਨੂੰ ਬੂਰ ਪੈਣ ਲੱਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਨਾਲ ਸਬੰਧਿਤ 27 ਵਿਦਿਆਰਥੀਆਂ ਨੇ 500/500 ਅੰਕ ਹਾਸਲ ਕਰਕੇ ਜਿਥੇ ਵੱਡਾ ਨਾਮਣਾ ਖੱਟਿਆ ਹੈ,ਉਥੇ ਸਰਕਾਰੀ ਪ੍ਰਾਇਮਰੀ ਸਕੂਲ ਰੱਲਾ(ਕੋਠੇ) ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪੰਜਾਬ ਭਰ ਚੋਂ ਪਹਿਲਾ ਅਤੇ ਨਵਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਮਾਨਸਾ ਜ਼ਿਲ੍ਹੇ ਨੂੰ ਪੂਰੇ ਪੰਜਾਬ ਭਰ ਚ ਚਮਕਾ ਦਿੱਤਾ। ਇਸ ਤੋਂ ਇਲਾਵਾ ਝੰਡਾ ਕਲਾਂ ਸਕੂਲ ਦੇ 6 ਵਿਦਿਆਰਥੀਆਂ ਸਮੇਤ ਹੋਰਨਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਸੌ ਫੀਸਦੀ ਨੰਬਰ ਹਾਸਲ ਕਰਨਾ ਸੱਚਮੁੱਚ ਅਧਿਆਪਕਾਂ ਦੀ ਵੱਡੀ ਮਿਹਨਤ ਹੈ। ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਭੁਪਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਅਧਿਆਪਕਾਂ, ਵਿਦਿਆਰਥੀਆਂ ਦੀ ਇਹ ਮਿਹਨਤ ਦਾ ਸਿੱਟਾ ਹੈ ਕਿ ਮਾਨਸਾ ਜ਼ਿਲ੍ਹੇ ਦੇ ਨੰਨ੍ਹੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਨਾਲ ਪੰਜਾਬ ਭਰ ਚ ਵੱਡਾ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਪੰਜਵੀਂ ਜਮਾਤ ਦੇ ਨਾਲ-ਨਾਲ ਹੋਰਨਾਂ ਜਮਾਤਾਂ ਦੇ ਬੇਹਤਰ ਨਤੀਜਿਆਂ ਲਈ ਉਨ੍ਹਾਂ ਸਾਹਮਣਾ ਵੱਡਾ ਚੈਲਿੰਜ ਸੀ,ਪਰ ਉਨ੍ਹਾਂ ਦੇ ਮਿਹਨਤੀ ਅਧਿਆਪਕਾਂ, ਵਿਦਿਆਰਥੀਆਂ ਨੇ ਇਸ ਚੈਲਿੰਜ ਨੂੰ ਕਬੂਲਦਿਆਂ ਪੜ੍ਹਾਈ ਦੇ ਮਿਆਰ ਨੂੰ ਸਿਖਰਾਂ ਤੱਕ ਪਹੁੰਚਾ ਦਿੱਤਾ ਅਤੇ ਭਵਿੱਖ ਚ ਉਨ੍ਹਾਂ ਦੇ ਵਿਦਿਆਰਥੀ ਕੁਆਲਟੀ ਐਜੂਕੇਸ਼ਨ ਚ ਨੰਬਰ ਵਨ ਹੋਣਗੇ ਅਤੇ ਖੇਡਾਂ, ਸਭਿਆਚਾਰ, ਸਾਹਿਤਕ ਅਤੇ ਹੋਰਨਾਂ ਖੇਤਰਾਂ ਚ ਵੀ ਵੱਡੀਆਂ ਉਪਲਬਧੀਆਂ ਹਾਸਲ ਕਰਨਗੇ।ਸਨਮਾਨ ਸਮਾਰੋਹ ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਚੇਅਰਮੈਨ ਡਾ ਸੰਦੀਪ ਘੰਡ,ਪ੍ਰਧਾਨ ਹਰਦੀਪ ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲ੍ਹੋਂ ਸਿੱਖਿਆ ਖੇਤਰ ਦੀ ਪ੍ਰਫੁੱਲਤਾਂ ਲਈ ਹਰ ਯਤਨ ਕੀਤੇ ਜਾਣਗੇ, ਉਨ੍ਹਾਂ ਦੇ ਮੰਚ ਵੱਲ੍ਹੋਂ ਮਿਆਰੀ ਸਿੱਖਿਆ ਲਈ ਸਹਿਯੋਗ ਦੇ ਨਾਲ ਨਾਲ ਪ੍ਰਾਇਮਰੀ ਪੱਧਰ ’ਤੇ ਖੇਡਾਂ ਦੀ ਪ੍ਰਫੁੱਲਤਾਂ ਲਈ ਨਵੇਂ ਸ਼ੈਸਨ ਤੋਂ ਹੀ ਖੇਡ ਸਰਗਰਮੀਆਂ ਦਾ ਮੁੱਢ ਬੰਨ੍ਹ?ਆ ਹੈ ਅਤੇ ਪੰਜਾਬ ਚੋਂ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਲਈ ਇਕ ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਭਰ ਚ ਖੇਡ ਕੈਂਪਾਂ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ।ਸਨਮਾਨ ਸਮਾਰੋਹ ਚ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਿੰਦਰ ਸਿੰਘ ਭੁੱਲਰ, ਬਲਾਕ ਸਿੱਖਿਆ ਅਫਸਰ ਅਮਨਦੀਪ ਸਿੰਘ, ਲਖਵਿੰਦਰ ਸਿੰਘ ਸਰਦੂਲਗੜ੍ਹ,ਜ਼ਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ,ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ,ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ,ਜ਼ਿਲ੍ਹਾ ਕੋਆਰਡੀਨੇਟਰ ਗੁਰਨੈਬ ਮੰਘਾਣੀਆਂ, ਅਕਬਰ ਬੱਪੀਆਣਾ, ਭੁਪਿੰਦਰ ਤੱਗੜ,ਰਣਧੀਰ ਸਿੰਘ ਆਦਮਕੇ, ਡਾ ਗੁਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇੰਸਪੈਕਟਰ ਨੂੰ ਮੁਅੱਤਲ ਕਰਨ ਵਿਰੁਧ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਕਣਕ ਖਰੀਦ ਦੇ ਬਾਈਕਾਟ ਦਾ ਐਲਾਨ

0

ਅਧਿਕਾਰੀਆਂ ਵਲੋਂ ਪਲੋਸਣ ਦਾ ਯਤਨ
ਸੁਖਜਿੰਦਰ ਮਾਨ
ਬਠਿੰਡਾ, 12 ਅਪ੍ਰੈਲ: ਪਹਿਲਾਂ ਹੀ ਬੇਮੌਸਮੀ ਬਾਰਸ਼ਾਂ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਗਈ ਕਣਕ ਦੀ ਖਰੀਦ ਉਪਰ ਕੇਂਦਰ ਵਲੋਂ ਲਗਾਏ ਕੱਟ ਦਾ ਮਾਮਲਾ ਹਾਲੇ ਸੁਲਝਿਆਂ ਨਹੀਂ ਸੀ ਤੇ ਅੱਜ ਬਠਿੰਡਾ ਜ਼ਿਲ੍ਹੇ ਵਿਚ ਇੱਕ ਖੁਰਾਕ ਸਪਲਾਈ ਇੰਸਪੈਕਟਰ ਨੂੰ ਮੁਅੱਤਲ ਕਰਨ ਦੇ ਵਿਰੋਧ ’ਚ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਕਣਕ ਖਰੀਦ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਖਰੀਦ ਅਧਿਕਾਰੀਆਂ ਦੀ ਹੜਤਾਲ ਨੂੰ ਦੇਖਦਿਆਂ ਆਉਣ ਵਾਲੇ ਦਿਨਾਂ ‘ਚ ਮੁਸ਼ਕਿਲ ਖੜੀ ਹੋ ਸਕਦੀ ਹੈ, ਜਿਸਦੇ ਚੱਲਦੇ ਅਧਿਕਾਰੀਆਂ ਨੇ ਤੁਰੰਤ ਹੜਤਾਲੀ ਕਰਮਚਾਰੀਆਂ ਨੂੰ ਸ਼ਾਂਤ ਕਰਦਿਆਂ ਉਨ੍ਹਾਂ ਨੂੰ ਪਲੋਸਣ ਦਾ ਯਤਨ ਕੀਤਾ ਜਾਣ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਕ ਜਿਲੇ ਦੇ ਇੱਕ ਖਰੀਦ ਕੇਂਦਰ ਚਾਉਕੇ ਵਿਖੇ ਪਨਗ੍ਰੇਨ ਏਜੰਸੀ ਦੇ ਇੰਸਪੈਕਟਰ ਭੁਪਿੰਦਰ ਸਿੰਘ ਵੱਲੋਂ ਬਤੌਰ ਖਰੀਦ ਨਿਰੀਖਕ ਡਿਊਟੀ ਲੱਗੀ ਹੋਈ ਸੀ। ਇਸ ਦੌਰਾਨ 9 ਅਪ੍ਰੈਲ ਨੂੰ ਇੱਕ ਕਿਸਾਨ ਵੱਲੋਂ ਕਣਕ ਵੇਚਣ ਲਈ ਮੰਡੀ ਲਿਆਂਦੀ ਗਈ, ਜਿਸਦੀ ਸਫ਼ਾਈ ਨੂੰ ਲੈ ਕੇ ਵਿਵਾਦ ਖੜਾ ਹੋ ਗਿਆ ਅਤੇ ਉਕਤ ਨਿਰੀਖਕ ਦੀ ਉੱਚ ਅਧਿਕਾਰੀਆਂ ਨੂੰ ਸਿਕਾਇਤ ਕਰ ਦਿੱਤੀ ਗਈ। ਅਧਿਕਾਰੀਆਂ ਨੇ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ। ਜਿਸਤੋਂ ਬਾਅਦ ਸਮੂਹ ਖ਼ਰੀਦ ਏਜੰਸੀਆਂ ਦੇ ਨਿਰੀਖਕਾਂ ਨੇ ਖਰੀਦ ਦਾ ਕੰਮ ਬੰਦ ਕਰਨ ਦਾ ਐਲਾਨ ਕਰ ਦਿੱਤਾ ਤੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਪੁੱਜ ਕੇ ਵਿਭਾਗ ਦੇ ਡਿਪਟੀ ਡਾਇਰੇਕਟਰ ਨੂੰ ਮੰਗ ਪੱਤਰ ਦਿੱਤਾ। ਖਰੀਦ ਦੇ ਕੰਮ ਵਿਚ ਜੁਟੇ ਨਿਰੀਖਕਾਂ ਨੇ ਦੋਸ਼ ਲਗਾਇਆ ਕਿ ਵਿਭਾਗ ਵੱਲੋਂ ਉਨ੍ਹਾਂ ਦੇ ਨਿਰੀਖਕ ਸਾਥੀ ਨੂੰ ਬਿਨ੍ਹਾਂ ਪੜਤਾਲ ਦੇ ਮੁਅੱਤਲ ਕਰ ਦਿੱਤਾ ਗਿਆ ਅਤੇ ਜਿਲ੍ਹੇ ਦੇ ਮੁੱਖ ਅਫਸਰ ਨੂੰ ਚਾਰਜਸ਼ੀਟ ਵੀ ਕੀਤਾ ਗਿਆ।ਜਦੋਂ ਕਿ ਨਿਰੀਖਕ ਵੱਲੋਂ ਕਣਕ ਨੂੰ ਨਾ ਖਰੀਦਣ ਸਬੰਧੀ ਕੋਈ ਟਾਲ ਮਟੋਲ ਨਹੀ ਕੀਤਾ ਗਿਆ।ਕਣਕ ਨੂੰ ਪੱਖਾ ਨਾ ਲੱਗਣ ਅਤੇ ਸਫਾਈ ਨਾ ਹੋਣ ਕਰਕੇ ਨਿਰੀਖਕ ਕਣਕ ਖਰੀਦਣ ਤੋਂ ਅਸਮਰਥ ਸੀ ਅਤੇ ਉਸ ਦਾ ਕਿਸਾਨ ਨੂੰ ਕਿਸੇ ਪ੍ਰਕਾਰ ਦੀ ਕੋਈ ਹਰਾਸਮੈਂਟ ਦੇਣ ਦਾ ਕੋਈ ਮਕਸਦ ਨਹੀਂ ਸੀ।ਇਸ ਮੌਕੇ ਉਨ੍ਹਾਂ ਐਲਾ ਕੀਤਾ ਕਿ ਜਦੋਂ ਤੱਕ ਨਿਰੀਖਕ ਭੁਪਿੰਦਰ ਸਿੰਘ ਨੂੰ ਮੁੜ ਬਹਾਲ ਨਹੀ ਕੀਤਾ ਜਾਂਦਾ ਉਦੋਂ ਤੱਕ ਜਿਲ੍ਹਾ ਬਠਿੰਡਾ ਵਿਚ ਸਮੂਹ ਖ਼ਰੀਦ ਏਜੰਸੀਆਂ ਵਲੋਂ ਕਣਕ ਖਰੀਦ ਦਾ ਮੁਕੰਮਲ ਤੌਰ ਤੇ ਬਾਈਕਾਟ ਰਹੇਗਾ।

ਬਠਿੰਡਾ ਦੇ ਰਜਵਾਹੇ ’ਚ ਸੀਵਰ ਦਾ ਗੰਦਾ ਪਾਣੀ ਪਾਉਣ ਦਾ ਮਾਮਲਾ ਦੂਜੇ ਦਿਨ ਵੀ ਗਰਮਾਇਆ

0

ਟਰੈਕਟਰ ਨਾਲ ਗੰਦੇ ਪਾਣੀ ਨੂੰ ਅੱਗੇ ਕੱਢਣ ’ਤੇ ਲੋਕਾਂ ਨੇ ਕੀਤਾ ਵਿਰੋਧ
ਸੁਖਜਿੰਦਰ ਮਾਨ
ਬਠਿੰਡਾ, 12 ਅਪ੍ਰੈਲ : ਬੀਤੇ ਕੱਲ ਸਥਾਨਕ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਸੀਵਰ ਦੇ ਗੰਦੇ ਪਾਣੀ ਨਾਲ ਭਰੇ ਟੈਂਕਰ ਨੂੰ ਸਥਾਨਕ ਆਈ.ਟੀ.ਆਈ ਕੋਲ ਗੁਜ਼ਰਦੇ ਰਜਵਾਹੇ ਵਿਚ ਸੁੱਟਣ ਦਾ ਮਾਮਲਾ ਅੱਜ ਦੂਜੇ ਦਿਨ ਵੀ ਗਰਮਾਇਆ ਰਿਹਾ। ਹਾਲਾਂਕਿ ਸੋਸਲ ਮੀਡੀਆ ’ਤੇ ਰਜਵਾਹੇ ਵਿਚ ਗੰਦਾ ਪਾਣੀ ਸੁੱਟਦਿਆਂ ਦੀ ਵੀਡੀਓ ਵਾਈਰਲ ਹੋਣ ਤੋਂ ਬਾਅਦ ਲੋਕਾਂ ਵਲੋਂ ਨਿਗਮ ਅਧਿਕਾਰੀਆਂ ਨੂੰ ਲਾਹਨਾਤਾਂ ਵੀ ਪਾਈਆਂ ਗਈਆਂ ਸਨ ਤੇ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ। ਜਿਸਤੋਂ ਬਾਅਦ ਅੱਜ ਨਿਗਮ ਅਧਿਕਾਰੀਆਂ ਨੇ ਇੱਕ ਵੱਡੀ ਕਰੇਨ ਦੀ ਮੱਦਦ ਨਾਲ ਟਰੈਕਟਰ ਨੂੰ ਸੂਏ ਵਿਚ ਉਤਾਰ ਕੇ ਸੁੱਟੇ ਹੋੲੈ ਗੰਦੇ ਪਾਣੀ ਤੇ ਮਲਬੇ ਨੂੰ ਕਰਾਹੇ ਦੀ ਮੱਦਦ ਨਾਲ ਅੱਗੇ ਲਿਜਾਣ ਦੀ ਕੋਸ਼ਿਸ਼ ਕੀਤੀ ਪ੍ਰੰਤੁੂ ਪਤਾ ਲੱਗਦੇ ਹੀ ਲੋਕ ਇਕੱਠੇ ਹੋ ਗਏ ਤੇ ਉਨ੍ਹਾਂ ਇਸਦਾ ਸਖ਼ਤ ਵਿਰੋਧ ਕੀਤਾ। ਗੌਰਤਲਬ ਹੈ ਕਿ ਬੀਤੇ ਕੱਲ ਨਿਗਮ ਕਾਮੇ ਟਰੈਕਟਰ ਪਿੱਛੇ ਗੰਦੇ ਪਾਣੀ ਵਾਲਾ ਟੈਂਕਰ ਲੈ ਕੇ ਡੀ-ਮਾਰਟ ਨਜਦੀਕ ਸਥਿਤ ਐਸਟੀਪੀ ਵਿਚ ਲੈ ਕੇ ਜਾ ਰਹੇ ਸਨ ਤੇ ਨਿਗਮ ਅਧਿਕਾਰੀਆਂ ਦੇ ਦਾਅਵੇ ਮੁਤਾਬਕ ਅਚਾਨਕ ਕੈਂਟਰ ਰਜਵਾਹੇ ਵਾਲੇ ਪਾਸੇ ਧਸ ਗਿਆ ਤੇ ਮੁੜ ਅੱਗੇ ਨਾ ਨਿਕਲਣ ਕਾਰਨ ਟੈਂਕਰ ਨੂੰ ਉਥੇ ਹੀ ਖ਼ਾਲੀ ਕਰ ਦਿੱਤਾ ਗਿਆ। ਜਿਸਤੋਂ ਬਾਅਦ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ਪਾਇਪਾਂ ਦੀ ਮੱਦਦ ਨਾਲ ਉਕਤ ਸਥਾਨ ’ਚ ਗੰਦੇ ਪਾਣੀ ਨੂੰ ਮੁੜ ਟੈਂਕਰਾਂ ਵਿਚ ਭਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਗੰਦੇ ਪਾਣੀ ਦੀ ਬਦਬੂ ਕਾਰਨ ਅੱਜ ਮੁੜ ਉਸਨੂੰ ਰਜਵਾਹੇ ਵਿਚ ਟਰੈਕਟਰ ਉਤਾਰ ਕੇ ਸਾਫ਼ ਕਰਨ ਦੀ ਯੋਜਨਾ ਬਣਾਈ ਗਈ। ਉਧਰ ਨਿਗਮ ਦੀ ਇਸ ਕਾਰਵਾਈ ਦਾ ਵਿਰੋਧ ਜਤਾਉਂਦਿਆਂ ਅੱਜ ਭਾਈ ਮਤੀ ਦਾਸ ਨਗਰ, ਹਰਬੰਸ ਨਗਰ ਅਤੇ ਗਹਿਰੀ ਭਾਗੀ ਪਿੰਡ ਦੇ ਲੋਕਾਂ ਵਲੋਂ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਐਸਐਸਪੀ ਨੂੰ ਵੀ ਮੰਗ ਪੱਤਰ ਭੇਜਿਆ ਗਿਆ।

ਵਪਾਰੀ ਦੇ ਘਰ ’ਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਤੇ ਨਗਦੀ ਲੁੱਟਣ ਵਾਲੇ ਗਿਰੋਹ ਪੁਲਿਸ ਵਲੋਂ ਕਾਬੂ, ਸੱਤ ਕਾਬੂ

0

ਸੁਖਜਿੰਦਰ ਮਾਨ
ਬਠਿੰਡਾ, 12 ਅਪ੍ਰੈਲ : ਕਰੀਬ ਇੱਕ ਹਫ਼ਤਾ ਪਹਿਲਾਂ ਕਸਬਾ ਭਗਤਾ ਭਾਈਕਾ ਵਿਖੇ ਦੇਰ ਸ਼ਾਮ ਇੱਕ ਘਰ ’ਚ ਵੜ ਕੇ ਲੱਖਾਂ ਦੀ ਲੁੱਟ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਪੁਲਿਸ ਨੇ ਅੱਜ 7 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਵਿਚ ਅੱਜ ਸਥਾਨਕ ਜ਼ਿਲ੍ਹਾ ਕੰਪਲੈਕਸ ਦੇ ਪੁਲਿਸ ਮੀਟਿੰਗ ਹਾਲ ’ਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਐਸਪੀ ਫ਼ੂਲ ਆਸਵੰਤ ਸਿੰਘ ਧਾਲੀਵਾਲ ਨੇ ਦਸਿਆ ਕਿ ਕਥਿਤ ਦੋਸ਼ੀਆਂ ਕੋਲੋ ਵਪਾਰੀ ਦੇ ਘਰੋਂ ਲੁੱਟੇ ਹੋਏ ਸੋਨੇ ਦੇ ਗਹਿਣਿਆਂ ਤੋਂ ਇਲਾਵਾ 35 ਹਜ਼ਾਰ ਰੁਪਏ ਦੀ ਨਗਦੀ ਅਤੇ ਇਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ। ਦਸਣਾ ਬਣਦਾ ਹੈ ਕਿ ਲੰਘੀ 3 ਅਪ੍ਰੈਲ ਨੂੰ ਕਥਿਤ ਦੋਸ਼ੀ ਵਪਾਰੀ ਵਿਜੇ ਕੁਮਾਰ ਦੇ ਘਰ ਦਾਖ਼ਲ ਹੋ ਗਏ ਸਨ ਤੇ ਉਨ੍ਹਾਂ ਹਥਿਆਰਾਂ ਦੀ ਨੌਕ ’ਤੇ ਔਰਤਾਂ ਦੇ ਗਹਿਣੇ ਲੁੱਟ ਲਏ ਤੇ ਇਸ ਦੌਰਾਨ ਜਦ ਵਪਾਰੀ ਘਰ ਆਇਆ ਤਾਂ ਉਸਦੇ ਕੋਲ ਮੌਜੂਦ ਡੇਢ ਲੱਖ ਰੁਪਏ ਦੀ ਨਗਦੀ ਵੀ ਖੋਹ ਲਈ। ਇਸ ਤੋ ਇਲਾਵਾ ਲੁਟੇਰੇ ਜਾਂਦੇ ਹੋਏ ਮੋਬਾਈਲ ਫੋਨ ਵੀ ਖੋਹ ਕੇ ਲੈ ਗਏ ਸਨ। ਪੁਲਿ ਅਧਿਕਾਰੀਆਂ ਮੁਤਾਬਕ ਵਪਾਰੀ ਦੇ ਘਰੋਂ ਲੁੱਟੀ ਹੋਈ ਨਗਦੀ ਸਹਿਤ ਗਹਿਣਿਆਂ ਅਤੇ ਹੋਰ ਸਮਾਨ ਦੀ ਕੀਮਤ ਕਰੀਬ 4 ਲੱਖ ਰੁਪਏ ਬਣਦੀ ਸੀ। ਪੁਲਿਸ ਵਲੋਂ ਪਰਚਾ ਦਰਜ਼ ਕਰਨ ਤੋਂ ਬਾਅਦ ਜਦ ਜਾਂਚ ਸ਼ੁਰੂ ਕੀਤੀ ਗਈ ਤਾਂ ਸੀਸੀਟੀਵੀ ਕੈਮਰਿਆਂ ਅਤੇ ਹੋਰਨਾਂ ਸਾਧਨਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਥਿਤ ਦੋਸ਼ੀਆਂ ਲਵਪ੍ਰੀਤ ਸਿੰਘ ਉਰਫ਼ ਲੱਭੀ, ਲਖਵੀਰ ਸਿੰਘ ਉਰਫ਼ ਲੱਖੀ, ਗੁਰਪ੍ਰਰੀਤ ਸਿੰਘ ਉਰਫ਼ ਲੱਲਾ ਸਾਰੇ ਵਾਸੀ ਭਦੌੜ, ਬਲਵਿੰਦਰ ਸਿੰਘ ਉਰਫ਼ ਲਾਡੀ ਵਾਸੀ ਤਪਾ ਮੰਡੀ, ਹਰਜੀਤ ਸਿੰਘ ਉਰਫ਼ ਕਾਲਾ ਵਾਸੀ ਅਲਕੜਾ, ਜਗਸੀਰ ਸਿੰਘ ਉਰਫ਼ ਲੰਮਾ ਵਾਸੀ ਅਲਕੜਾ ਅਤੇ ਸਾਹਿਲਦੀਪ ਸਿੰਘ ਵਾਸੀ ਭਗਤਾ ਭਾਈਕਾ ਨੂੰ ਕਾਬੂ ਕੀਤਾ ਗਿਆ। ਮੁਢਲੀ ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਕਥਿਤ ਦੋਸ਼ੀਟਾਂ ਵਿਚੋਂ ਬਲਵਿੰਦਰ ਸਿੰਘ ਉਰਫ਼ ਲਾਡੀ ਅਤੇ ਜਗਸੀਰ ਸਿੰਘ ਉਰਫ਼ ਲੰਮਾ ਨੂੰ ਛੱਡ ਕੇ ਬਾਕੀ ਮੁਜਰਮਾਂ ਵਿਰੁਧ ਪਹਿਲਾਂ ਵੀ ਦਰਜ਼ਨਾਂ ਪਰਚੇ ਦਰਜ਼ ਹਨ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਹ ਸਾਰੇ ਮੁਜਰਮ ਆਪਸ ’ਚ ਜੇਲ੍ਹ ਵਿਚ ਹੀ ਮਿਲੇ ਸਨ ਤੇ ਕੁੱਝ ਇੰਨ੍ਹਾਂ ਨਾਲ ਬਾਹਰੋਂ ਰਲੇ ਸਨ। ਜਿਸਤੋਂ ਬਾਅਦ ਇੰਨ੍ਹਾਂ ਗਿਰੋਹ ਬਣਾ ਕੇ ਇਹ ਵਾਰਦਾਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਭਗਤਾ ਭਾਈ ਦੇ ਵਪਾਰੀ ਵਿਜੇ ਕੁਮਾਰ ਬਾਰੇ ਸਾਰੀ ਜਾਣਕਾਰੀ ਕਥਿਤ ਦੋਸ਼ੀ ਸਾਹਿਲਦੀਪ ਵਾਸੀ ਭਗਤਾ ਭਾਈਕਾ ਨੇ ਮੁਹੱਈਆ ਕਰਵਾਈ ਸੀ। ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਲਖਵੀਰ ਸਿੰਘ ਉਰਫ਼ ਲੱਖੀ ਮੱਧ ਪ੍ਰਦੇਸ਼ ਤੋਂ 18 ਹਜਾਰ ਰੁਪਏ ਵਿਚ ਇੱਕ ਦੇਸੀ ਪਿਸਤੌਲ ਖ਼ਰੀਦ ਕੇ ਲਿਆਇਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਇੰਨ੍ਹਾਂ ਕੋਲੋ ਪੁਛਗਿਛ ਕੀਤੀ ਜਾ ਰਹੀ ਹੈ, ਜਿਸਤੋਂ ਬਾਅਦ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਪੰਜਾਬ ਨੈਸ਼ਨਲ ਬੈਂਕ ਦਾ ਮਨਾਇਆ 129ਵਾਂ ਸੰਸਥਾਪਨਾ ਦਿਵਸ

0

ਸੁਖਜਿੰਦਰ ਮਾਨ
ਬਠਿੰਡਾ, 12 ਅਪ੍ਰੈਲ : ਪੰਜਾਬ ਨੈਸ਼ਨਲ ਬੈਂਕ, ਡੀਏਸੀ ਬਰਾਂਚ ਵਿਖੇ ਅੱਜ ਪੰਜਾਬ ਨੈਸ਼ਨਲ ਬੈਂਕ ਦਾ 129ਵਾਂ ਸੰਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀ ਸੁਰੇਸ਼ ਕੁਮਾਰ ਗੋਇਲ ਵੱਲੋ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੰਜਾਬ ਨੈਸ਼ਨਲ ਬੈਂਕ ਵੱਲੋਂ ਬੈਂਕਿੰਗ ਪ੍ਰਣਾਲੀ ਵਿੱਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਗਈ।ਇਸ ਦੌਰਾਨ ਸੀ.ਜੇ.ਐਮ-ਕਮ-ਸਕੱਤਰ ਸੁਰੇਸ਼ ਕੁਮਾਰ ਗੋਇਲ ਨੇ ਬੈਂਕ ਦੇ ਉੱਚ ਅਧਿਕਾਰੀਆਂ ਨੂੰ 13 ਮਈ 2023 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਵਿੱਚ ਪ੍ਰੀਲਿਟੀਗੇਟਿਵ ਕੇਸ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਜਤਿੰਦਰ ਮਨਕੋਟੀਆ ਸਰਕਲ ਹੈਡ ਬਠਿੰਡਾ ਪੰਜਾਬ ਨੈਸ਼ਨਲ ਬੈਂਕ ਵੱਲੋਂ ਬੈਂਕ ਦੀਆਂ ਪਿਛਲੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ, ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਜੱਜ ਸਾਹਿਬ ਨੂੰ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਵਿਸ਼ਵਾਸ ਦਵਾਇਆ।ਇਸ ਮੌਕੇ ਤਹਿਸੀਲਦਾਰ ਸ੍ਰੀ ਗੁਰਚਰਨ ਸਿੰਘ, ਸ੍ਰੀ ਰਾਜੇਸ਼ ਵਰਮਾ, ਸ੍ਰੀ ਸੱਤਪਾਲ ਜਿੰਦਲ, ਸ੍ਰੀਮਤੀ ਗੁਰਿੰਦਰਪਾਲ ਕੌਰ, ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀ ਅਮਰਿੰਦਰ ਸਿੰਘ, ਸ੍ਰੀ ਅਸ਼ੋਕ ਕਮੁਾਰ ਆਦਿ ਹਾਜ਼ਰ ਸਨ।

ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਜਾਵੇਗਾ ਖ਼ਰੀਦਿਆ : ਜਗਰੂਪ ਸਿੰਘ ਗਿੱਲ

ਕਿਸਾਨਾਂ ਨੂੰ ਕਣਕ ਦੇ ਮੰਡੀਕਰਨ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ
ਸੁਖਜਿੰਦਰ ਮਾਨ
ਬਠਿੰਡਾ, 12 ਅਪ੍ਰੈਲ : ਸੂਬਾ ਸਰਕਾਰ ਵੱਲੋਂ ਕਣਕ ਦੀ ਸੁਚੱਜੀ ਅਤੇ ਨਿਰਵਿਘਨ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇੱਕ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਸ. ਗਿੱਲ ਨੇ ਕਿਸਾਨਾਂ ਨੂੰ ਭਰੋਸਾ ਦਵਾਉਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਫਸਲ ਦੀ ਅਦਾਇਗੀ ਨਾਲੋਂ-ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੰਡੀ ਚ ਕਿਸਾਨਾਂ ਲਈ ਸਾਫ਼ ਪੀਣ ਯੋਗ ਪਾਣੀ, ਰੌਸ਼ਨੀ, ਛਾਂ ਆਦਿ ਤੋਂ ਇਲਾਵਾ ਮੁੱਖ ਅਨਾਜ ਮੰਡੀ ਵਿਚ ਖਰੀਦ ਸਬੰਧੀ ਸਾਰੇ ਪੁਖ਼ਤਾ ਇੰਤਜਾਮ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਤੁਰੰਤ ਖਰੀਦ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਇਸ ਦੌਰਾਨ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆ ਅਧਿਕਾਰੀਆਂ ਨੇ ਕਿਹਾ ਕਿ ਉਹ ਆਪਣੀ ਸਾਫ਼ ਤੇ ਸੁੱਕੀ ਫ਼ਸਲ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ, ਜ਼ਿਲ੍ਹਾ ਮੰਡੀ ਅਫ਼ਸਰ ਗੁਰਵਿੰਦਰ ਸਿੰਘ, ਸੈਕਟਰੀ ਮਾਰਕੀਟ ਕਮੇਟੀ ਹਰਪ੍ਰੀਤ ਸਿੰਘ, ਮੰਡੀ ਬੋਰਡ ਦੇ ਅਧਿਕਾਰੀ ਦਾਰਾ ਸਿੰਘ, ਫ਼ੂਡ ਸਪਲਾਈ ਅਧਿਕਾਰੀ ਹਰਸ਼ਦ ਮਹਿਤਾ ਅਤੇ ਤਿਰਲੋਕ ਚੰਦ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

Our Visitor

1911873