Saturday, May 23, 2026
Home Blog Page 2151

ਜਥੇਦਾਰ ਨੇ ਸ਼੍ਰੋਮਣੀ ਕਮੇਟੀ ਪ੍ਰਤੀ ਜਤਾਈ ਨਰਾਜਗੀ ਤੇ ਅੰਮ੍ਰਿਤਪਾਲ ਨੂੰ ਦਿੱਤੀ ਮੁੜ ਸਲਾਹ

ਕੇਂਦਰ ਉਪਰ ਸਿੱਖ ਕੌਮ ਨਾਲ ਕੀਤੇ ਵਾਅਦਿਆਂ ਨੂੰ ਵਫ਼ਾ ਨਾ ਕਰਨ ਦਾ ਲਗਾਇਆ ਦੋਸ਼
ਪੰਜਾਬ ਸਰਕਾਰ ’ਤੇ ਵੀ ਕੀਤੇ ਤਿੱਖੇ ਹਮਲੇ ਕਰਦਿਆਂ ਪੰਜਾਬੀਆਂ ਨੂੰ ਵੱਡੀ ਗਿਣਤੀ ’ਚ ਵਿਸਾਖੀ ਮੌਕੇ ਪੁੱਜਣ ਦਾ ਦਿੱਤਾ ਸੱਦਾ
ਸੁਖਜਿੰਦਰ ਮਾਨ
ਤਲਵੰਡੀ ਸਾਬੋ, 7 ਅਪ੍ਰੈਲ : ਸਿੱਖ ਕੌਮ ਅਤੇ ਪੰਜਾਬ ਦੇ ਖਿਲਾਫ ਮੀਡੀਆ ਰਾਹੀਂ ਸਿਰਜੇ ਗਏ ਝੂਠੇ ਬਿਰਤਾਂਤ ਦੇ ਚਲਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅੱਜ ਸੱਦੀ ਵਿਸੇਸ ਇਕੱਤਰਤਾ ਵਿਚ ਜਿੱਥੇ ਖੁੱਲ ਕੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਚੁਣਵੇਂ ਸਬਦਾਂ ਵਿਚ ਉਲਾਂਭੇ ਦਿੱਤੇ, ਉਥੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਨਾਲ ਵੀ ਨਰਾਜਗੀ ਜਾਹਰ ਕੀਤੀ। ਇਸਦੇ ਨਾਲ ਹੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੜ ਪੇਸ਼ ਹੋਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਸਰਕਾਰਾਂ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਮੁੱਦੇ ’ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੀ ਕੀਤੀ ਸਖ਼ਤ ਘੇਰਾਬੰਦੀ ਦੀ ਨਿੰਦਾ ਕਰਦਿਆਂ ਸਮੂਹ ਪੰਜਾਬੀਆਂ ਨੂੰ ਇਸਦਾ ਡਟਵਾਂ ਜਵਾਬ ਦੇਣ ਲਈ ਹੁੰਮ-ਹੁੰਮਾ ਕੇ ਦਮਦਮਾ ਸਾਹਿਬ ਦੀ ਵਿਸਾਖੀ ਮੌਕੇ ਪੁੱਜਣ ਦਾ ਸੁਨੇਹਾ ਵੀ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਚੇਤਾਵਨੀ ਭਰੇ ਸੁਰ ਵਿਚ ਕਿਹਾ ਕਿ ‘‘ ਪੰਜਾਬ ’ਚ ਬਣਾਏ ਜਾ ਰਹੇ ਖੌਫ਼ਜਦਾ ਮਾਹੌਲ ਦੇ ਨਾਲ ਇਕੱਲੇ ਪੰਜਾਬੀ ਜਾਂ ਸਿੱਖ ਹੀ ਨਹੀਂ, ਬਲਕਿ ਪੰਜਾਬ ਸਰਕਾਰ ਵੀ ਬਦਨਾਮ ਹੁੰਦੀ ਹੈ ਤੇ ਇੱਥੇ ਰਾਜ਼ ਕਰ ਰਹੀ ਪਾਰਟੀ ਨੂੰ ਅਪਣੀ ਬਦਨਾਮੀ ਤੋਂ ਬਚਣਾ ਚਾਹੀਦਾ ਹੈ। ’’ ਸ਼੍ਰੋਮਣੀ ਕਮੇਟੀ ਪ੍ਰਤੀ ਗਿਲਾ ਜਾਹਰ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਸ਼੍ਰੀ ਅੰਮ੍ਰਿਤਸਰ ਵਿਖੇ ਹੋਈ ਇਕੱਤਰਤਾ ਵਿਚ ਸਿੱਖਾਂ ਨੂੰ ਬਦਨਾਮ ਕਰਨ ਵਾਲਿਆਂ ਵਿਰੁਧ ਪਰਚੇ ਦਰਜ਼ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਸਨ ਪ੍ਰੰਤੂ ਹਾਲੇ ਤੱਕ ਕਮੇਟੀ ਨੇ ਇਸ ਪਾਸੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਅੱਜ ਮੁੜ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਰਚੇ ਦਰਜ਼ ਕਰਵਾਉਣ ਦੀ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਤਕਾਲੀ ਹਾਲਾਂਤਾਂ ਦੀ ਸਾਂਝ ਪਾਉਂਦਿਆਂ ਐਲਾਨ ਕੀਤਾ ਗਿਆ ਕਿ ਅੱਜ ਜਿਸ ਸਮੇਂ ਸੱਚ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ ਉਸ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਪੀੜਤਾਂ ਦੇ ਮੋਡੇ ਨਾਲ ਮੋਡਾ ਜ਼ੋੜ ਕੇ ਖੜ੍ਹਿਆ ਹੈ। ਉਨ੍ਹਾਂ ਸਰਕਾਰਾਂ ਵਿਰੁਧ ਨਾ ਝੂਕਣ ਦਾ ਐਲਾਨ ਕਰਦਿਆਂ ਕਿਹਾ ਕਿ ਬੇਸ਼ੱਕ ਇਹ ਲੋਕ ਟੈਂਕ ਚੜ੍ਹਾਉਣ ਤੋਪਾਂ ਚੜ੍ਹਾਉਂਣ ਸ੍ਰੀ ਅਕਾਲ ਤਖਤ ਸਾਹਿਬ ਅਨਿਆਂ ਦੇ ਖਿਲਾਫ ਅਵਾਜ਼ ਬੁਲੰਦ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਜਾਣ ਬੁੱਝ ਕੇ ਪੰਜਾਬ ਅੰਦਰ ਸਹਿਮ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਦੇ ਜਬਰ ਦਾ ਜਵਾਬ ਦੇਣ ਲਈ ਸੰਗਤ ਨੂੰ ਆਦੇਸ਼ ਕਰਦਿਆਂ ਕਿਹਾ ਕਿ ਖਾਲਸਾ ਪ੍ਰਗਟ ਦਿਵਸ ਵਿਸਾਖੀ ਮੌਕੇ ਵੱਡੀ ਗਿਣਤੀ ’ਚ ਸੰਗਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਤਾਂ ਜੋ ਸਰਕਾਰਾਂ ਨੂੰ ਕੌਮ ਦੀ ਸੰਗਠਿਤ ਸ਼ਕਤੀ ਦਾ ਅਹਿਸਾਸ ਹੋਵੇ। ਹਾਲਾਂਕਿ ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਿੱਖ ਕਿਸੇ ਨਾਲ ਵਿਵਾਦ ਨਹੀਂ ਬਲਕਿ ਸੰਵਾਦ ਕਰਨਾ ਚਾਹੁੰਦੇ ਹੈ ਤੇ ਸਰਕਾਰਾਂ ਨੂੰ ਪਹਿਲ ਕਰਨੀ ਚਾਹੀਦੀ ਹੈ ਕਿ ਉਹ ਸਿੱਖ ਕੌਮ ਨਾਲ ਸੰਵਾਦ ਕਰਨ ਅਤੇ ਜਿਹੜੀਆਂ ਧੱਕਸ਼ਾਹੀਆਂ ਸਿੱਖ ਕੌਮ ਨਾਲ ਹੋਈਆਂ ਹਨ ਉਨ੍ਹਾਂ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 75 ਸਾਲਾਂ ਚ ਸਰਕਾਰਾਂ ਨੇ ਸਿੱਖ ਕੌਮ ਨਾਲ 75 ਤੋਂ ਵੱਧ ਅਹਿਮ ਵਾਅਦੇ ਕੀਤੇ ਪਰ ਅਫਸੋਸ ਪੂਰਾ ਇੱਕ ਵੀ ਨਹੀਂ ਕੀਤਾ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੇ ਐਲਾਨ ਕਰਦਿਆਂ ਕਿਹਾ ਕਿ ਅੱਜ ਜਿਸ ਸਮੇਂ ਸਿੱਖ ਕੌਮ ਖਿਲਾਫ ਝੂਠੇ ਬਿਰਤਾਂਤ ਸਿਰਜੇ ਜਾ ਰਹੇ ਹਨ ਇਹ ਐਂਟੀ ਸਿੱਖ ਫੋਬੀਆ (ਸਿੱਖ ਵਿਰੋਧੀ ਨਜ਼ਰੀਆ) ਹੈ ਅਤੇ ਇਸ ਨੂੰ ਰੋਕਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਸਿੰਘ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਅਜਿਹੇ ਸੈਮੀਨਰ ਹੁਣ ਲਗਾਤਾਰ ਹੁੰਦੇ ਰਣਿਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਵਾਪਰ ਰਹੇ ਵਰਤਾਰਿਆਂ ਨੂੰ ਅਧਾਰ ਬਣਾ ਕੇ ਸਰਕਾਰ ਵੱਲੋਂ ਭੈ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਉੱਥੇ ਨਾਲ ਹੀ ਸਰਕਾਰੀ ਜਬਰ ਦੇ ਖਿਲਾਫ ਅਵਾਜ਼ ਬੁਲੰਦ ਕਰਨ ਵਾਲੇ ਪੱਤਰਕਾਰਾਂ ਅਤੇ ਉਨ੍ਹਾਂ ਦੇ ਚੈੱਨਲਾਂ ਨੂੰ ਸਰਕਾਰ ਵੱਲੋਂ ਬੈਨ ਕੀਤਾ ਜਾ ਰਿਹਾ ਹੈ। ਇਸ ਮਸਲੇ ਉੱਪਰ ਗੰਭੀਰਤਾ ਨਾਲ ਵਿਚਾਰ ਕਰਨ ਲਈ ਸੱਦੀ ਇਸ ਵਿਸ਼ੇਸ਼ ਇਕੱਤਰਤਾ ਵਿੱਚ ਜਿੱਥੇ ਸਿੰਘ ਸਾਹਿਬ ਵੱਲੋਂ ਪੀੜਤ ਪੱਤਰਕਾਰ ਧਿਰਾਂ ਨਾਲ ਖੜਨ ਦਾ ਦ੍ਰਿੜ ਇਰਾਦਾ ਪ੍ਰਗਟ ਕੀਤਾ ਗਿਆ ਉੱਥੇ ਨਾਲ ਹੀ ਸਰਕਾਰ ਨੂੰ ਇਸ ਜਬਰ ਪ੍ਰਤੀ ਚੇਤਾਵਨੀ ਵੀ ਦਿੱਤੀ ਗਈ ਹੈ। ਸਟੇਜ ਦੀ ਸੇਵਾ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ ਦੇ ਮੁਖੀ ਭਾਈ ਪਰਮਪਾਲ ਸਿੰਘ ਸਭਰਾ ਨੇ ਨਿਭਾਈ। ਇਸ ਇਕੱਤਰਤਾ ਵਿੱਚ ਬੋਲਦਿਆਂ ਉੱਘੇ ਪੱਤਰਕਾਰ ਸ. ਹਮੀਰ ਸਿੰਘ ਵੱਲੋਂ ਬੋਲਦਿਆਂ ਕਿਹਾ ਗਿਆ ਕਿ ਜਿਸ ਤਰੀਕੇ ਅੱਜ ਵਿਰਤਾਂਤ ਸੂਬੇ ਅੰਦਰ ਸਿਰਜੇ ਜਾ ਰਹੇ ਹਨ ਇਸੇ ਤਰੀਕੇ ਡਰ ਅਤੇ ਸਹਿਮ ਦਾ ਮਾਹੌਲ 1984 ਵਿੱਚ ਵੀ ਸਰਕਾਰ ਵੱਲੋਂ ਪੈਦਾ ਕੀਤਾ ਗਿਆ ਸੀ। ਇਸ ਇਕੱਤਰਤਾ ਦੌਰਾਨ ਹਰਿਆਣਾ ਤੋਂ ਉੱਘੇ ਪੱਤਰਕਾਰ ਸ੍ਰੀ ਮਨਦੀਪ ਪੂਨੀਆਂ ਨੇ ਬੋਲਦਿਆਂ ਨੈਸ਼ਨਲ ਮੀਡੀਆ ਦਾ ਹਵਾਲਾ ਦਿੰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਤੋਂ ਜਾਣੂ ਹੋਏ ਬਿਨਾਂ ਅੱਜ ਸਮਾਜ ਅੰਦਰ ਕਈ ਅਜਿਹੇ ਨੈਰੇਟਿਵ ਸਿਰਜੇ ਜਾਂਦੇ ਹਨ ਜਿਹੜੇ ਕਿ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੁੰਦੇ ਹਨ। ਇਸੇ ਤਰੀਕੇ ਸ. ਜਸਪਾਲ ਸਿੰਘ ਵੱਲੋਂ ਬੋਲਦਿਆਂ ਕਿਹਾ ਕਿ ਇਸੇ ਤਰੀਕੇ 1984 ਚ ਮੀਡੀਆ ਦੀ ਅਵਾਜ਼ ਨੂੰ ਦਬਾਇਆ ਗਿਆ ਸੀ । ਇਸ ਮੌਕੇ ਪ੍ਰਸਿੱਧ ਪੱਤਰਕਾਰ ਸ. ਪਰਮਿੰਦਰਪਾਲ ਸਿੰਘ ਦਿੱਲੀ ਵੱਲੋਂ ਬੋਲਦਿਆਂ ਕਿਹਾ ਗਿਆ ਕਿ ਨੈਸ਼ਨਲ ਮੀਡੀਆ ਵੱਲੋਂ ਜਿਸ ਤਰੀਕੇ ਦਾ ਬਿਰਤਾਂਤ ਪੰਜਾਬ ਦੇ ਖਿਲਾਫ ਸਿਰਜਿਆ ਜਾ ਰਿਹਾ ਹੈ ਇਹ ਮੰਦਭਾਗਾ ਹੈ। ਦੂਰਦਰਸ਼ਨ ਅੰਦਰ ਲੰਮਾਂ ਸਮਾਂ ਬਤੌਰ ਐਂਕਰ ਸੇਵਾਵਾਂ ਨਿਭਾਉਣ ਵਾਲੇ ਬੀਬੀ ਰਮਨਜੀਤ ਕੌਰ ਵੱਲੋਂ ਬੋਲਦਿਆਂ ਆਪਣੇ ਜਜਬਾਤਾਂ ਦੀ ਸਾਂਝ ਪਾਉਂਦਿਆਂ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਪਰਦਾਫਾਸ਼ ਕੀਤਾ ਗਿਆ। ਇਸ ਉਪਰੰਤ ਸਰਕਾਰੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਚੁਕੇ ਸ. ਜਗਦੀਪ ਸਿੰਘ ਥਲੀ ਵੱਲੋਂ ਵਿਚਾਰਾਂ ਦੀ ਸਾਂਝ ਪਾਉਂਦਿਆਂ ਦੱਸਿਆ ਗਿਆ ਕਿ ਪੰਜਾਬ ਪੱਖੀ ਪੱਤਰਕਾਰਾਂ ਨੂੰ ਆਰਥਿਕ ਅਤੇ ਮਾਨਸਿਕ ਤਸ਼ੱਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਜਸਪਾਲ ਸਿੰਘ ਹੇਰਾਂ ਨੇ ਬੋਲਦਿਆਂ ਕਿਹਾ ਕਿ ਅੱਜ ਦੇ ਸਮੇਂ ਅੰਦਰ ਨਵੇਂ ਪੱਤਰਕਾਰਾਂ ਨੂੰ ਆਪਣੇ ਖੇਤਰ ਵਿੱਚ ਨਿਪੁੰਨ ਕਰਨ ਲਈ ਅਜਿਹੇ ਸੈਮੀਨਰ ਆਯੋਜਿਤ ਕੀਤੇ ਜਾਣ।ਸ. ਸਤਨਾਮ ਸਿੰਘ ਮਾਨਕ ਨੇ ਕਿਹਾ ਕਿ ਅਜੋਕੇ ਸਮੇਂ ਅੰਦਰ ਸਰਕਾਰਾਂ ਮੀਡੀਏ ਉੱਪਰ ਦਬਾਅ ਬਣਾਉਣ ਲਈ ਹਰ ਤਰ੍ਹਾਂ ਦੇ ਘਟੀਆ ਹਥਕੰਡੇ ਅਪਣਾ ਰਹੀਆਂ ਹਨ।ਇਸ ਮੌਕੇ ਉੱਘੇ ਪੱਤਰਕਾਰ ਸ. ਹਰਪ੍ਰੀਤ ਸਿੰਘ ਸਾਹਨੀ ਨੇ ਬੋਲਦਿਆਂ ਕਿਹਾ ਕਿ ਪਿਛਲੇ ਦਿਨੀ ਪੰਜਾਬ ਅੰਦਰ ਜਿਸ ਤਰੀਕੇ ਦੇ ਬਿਰਤਾਂਤ ਸਿਰਜੇ ਗਏ ਉਸ ਪਿੱਛੇ ਇੱਕ ਘਟੀਆ ਮਾਨਸਿਕਤਾ ਕੰਮ ਕਰ ਰਹੀ ਹੈ। ਉਨ੍ਹਾਂ ਨੈਸ਼ਨਲ ਮੀਡੀਆ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਖੰਨਾਂ ਦੇ ਐੱਸ.ਐੱਸ.ਪੀ. ਵੱਲੋਂ ਸਿੱਖ ਰਾਜ ਦੇ ਝੰਡਿਆਂ ਬਾਬਤ ਦਿੱਤੀ ਗਈ ਗਲਤ ਜਾਣਕਾਰੀ ਨੂੰ ਅਧਾਰ ਬਣਾ ਕੇ ਅੱਜ ਨੈਸ਼ਨਲ ਮੀਡੀਆ ਦੇਸ਼ ਦੁਨੀਆਂ ਅੰਦਰ ਕਿਸ ਤਰੀਕੇ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਸ ਤੋਂ ਸਿੱਖ ਕੌਮ ਨੂੰ ਸੁਚੇਤ ਹੋਣਾ ਚਾਹੀਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਚ ਇੱਕਜੁੱਟ ਹੋਣਾ ਚਾਹੀਦਾ ਹੈ।ਇਸ ਮੌਕੇ ਸ. ਜਸਪਾਲ ਸਿੰਘ ਸਿੱਧੂ ਨੇ ਬੋਲਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਇਹ ਇਕੱਤਰਤਾ ਸੱਦੀ ਗਈ ਹੈ ਇਹ ਵਾਕਿਆ ਹੀ ਕੌਮ ਲਈ ਬਹੁਤ ਵਧੀਆ ਉਪਰਾਲਾ ਹੈ ਇਸ ਤਰੀਕੇ ਦੀਆਂ ਇਕੱਤਰਤਾਵਾਂ ਲਗਾਤਾਰ ਹੋਣੀਆਂ ਚਾਹੀਦੀਆਂ ਹਨ। ਪੱਤਰਕਾਰ ਦੀਪਕ ਚਨਾਰਥਲ ਨੇ ਬੋਲਦਿਆਂ ਕਿਹਾ ਕਿ ਅੱਜ ਸਿਰਫ ਪੱਤਰਕਾਰਾਂ ਦੀ ਅਵਾਜ਼ ਹੀ ਦਬਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਬਲਕਿ ਪੰਜਾਬ ਦੀ ਅਵਾਜ਼ ਦਬਾਈ ਜਾ ਰਹੀ ਹੈ। ਸ. ਜਗਤਾਰ ਸਿੰਘ ਭੁੱਲਰ ਨੇ ਇਸ ਮੌਕੇ ਬੋਲਦਿਆਂ ਕਿਹਾ ਤਤਕਾਲੀ ਸਰਕਾਰਾਂ ਹਮੇਸ਼ਾ ਪੱਤਰਕਾਰਾਂ ਦੀਆਂ ਅਵਾਜ਼ਾਂ ਦਬਾਉਂਦੀਆਂ ਰਹੀਆਂ ਹਨ। ਪਰ ਲੋੜ ਹੈ ਕਿ ਇਸ ਸਰਕਾਰੀ ਤਸ਼ੱਦਦ ਦਾ ਅਸੀਂ ਡਟ ਕੇ ਸਾਹਮਣਾ ਕਰੀਏ। ਇਸੇ ਤਰ੍ਹਾਂ ਸ. ਸੰਦੀਪ ਸਿੰਘ ਨੇ ਬੋਲਦਿਆਂ ਕਿਹਾ ਕਿ ਅੱਜ ਮੀਡੀਆ ਅਦਾਰਿਆਂ ਵੱਲੋਂ ਬਿਨਾਂ ਕਿਸੇ ਅਧਾਰ ਤੇ ਖਬਰ ਨੂੰ ਪ੍ਰਕਾਸ਼ਿਤ ਕਰ ਦਿੱਤਾ ਜਾਂਦਾ ਹੈ ਪਰ ਸਰਕਾਰੀ ਤੰਤਰ ਸਭ ਕੁਝ ਜਾਣਦੇ ਹੋਏ ਵੀ ਚੁੱਪ ਰਹਿੰਦਾ ਹੈ । ਗੰਗਵੀਰ ਸਿੰਘ ਰਾਠੌੜ ਨੇ ਤੱਥਾਂ ਸਮੇਤ ਦੱਸਿਆ ਕਿ ਕਿਸ ਤਰੀਕੇ ਨੈਸ਼ਨਲ ਮੀਡੀਆ ਝੂਠੇ ਬਿਰਤਾਂਤ ਖੜ੍ਹੇ ਕਰਦਾ ਹੈ। ਸ. ਗੁਰਪ੍ਰੀਤ ਸਿੰਘ ਵੱਲੋਂ ਕਿਹਾ ਗਿਆ ਕਿ ਅੱਜ ਸਿੱਖ ਕੌਮ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਵਿਦੇਸ਼ ਅੰਦਰ ਦਸਤਾਰ ਦੇ ਸਤਿਕਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ ਆਪਣਿਆਂ ਵੱਲੋਂ ਹੀ ਸਾਨੂੰ ਦੂਜੇ ਦਰਜੇ ਦੇ ਸ਼ਹਿਰੀ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਸ. ਮੇਜਰ ਸਿੰਘ ਨੇ ਇਸ ਮੌਕੇ ਸਰਕਾਰੀ ਤਸ਼ੱਦਦ ਨੂੰ ਬਿਆਨ ਕਰਦਿਆਂ ਦੱਸਿਆ ਕਿ ਅੱਜ ਜਿਸ ਤਰੀਕੇ ਸਹਿਮ ਦਾ ਮਾਹੌਲ ਪੱਤਰਕਾਰਾਂ ਦੇ ਘਰਾਂ ਅੰਦਰ ਬਣਾਇਆ ਜਾ ਰਿਹਾ ਹੈ ਇਹ ਨਵੇਂ ਪੱਤਰਕਾਰਾਂ ਨੂੰ ਇਸ ਪੇਸ਼ੇ ਤੋਂ ਦੂਰ ਕਰਨ ਦੀ ਵੀ ਸਾਜ਼ਿਸ਼ ਹੈ। ਸ. ਮੇਜਰ ਸਿੰਘ ਹੁਰਾਂ ਦੇ ਬਿਆਨ ਨਾਲ ਸਹਿਮਤੀ ਪ੍ਰਗਟਾਉਂਦਿਆਂ ਪ੍ਰੀਤ ਸੈਣੀ ਨੇ ਬੀਤੇ ਦਿਨੀਂ ਆਪਣੇ *ਤੇ ਹੋਏ ਤਸ਼ੱਦਦ ਨੂੰ ਬਿਆਨ ਕੀਤਾ।ਅੰਤ ਵਿੱਚ ਧੰਨਵਾਦੀ ਸ਼ਬਦ ਕੌਮ ਦੇ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉੱਦੋਕੇ ਵੱਲੋਂ ਕਹੇ ਗਏ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਅਗਵਾਈ ਵਿੱਚ ਸਮੁੱਚੇ ਪੰਥ ਨੂੰ ਇਕਜੁੱਟ ਹੋ ਕੇ ਅਨਿਆਂ ਦੇ ਖਿਲਾਫ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ।

‘ਆਪ’ ਦਾ ਜਵਾਬ: ਬਿਕਰਮ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ ’ਤੇ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ

0

ਅਕਾਲੀ ਸਰਕਾਰ ਵਿੱਚ ਲੋਕ ਸੰਪਰਕ ਮੰਤਰੀ ਹੁੰਦਿਆਂ ਕਈ ਨਿਊਜ਼ ਚੈਨਲਾਂ ਨੂੰ ਮੁੱਖ ਕੇਬਲ ’ਤੇ ਪ੍ਰਸਾਰਿਤ ਨਹੀਂ ਹੋਣ ਦਿੱਤਾ: ਮਲਵਿੰਦਰ ਕੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਅਪ੍ਰੈਲ: ਆਮ ਆਦਮੀ ਪਾਰਟੀ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ ਦੇ ਮੁੱਦੇ ’ਤੇ ਕਿਸੇ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ ਹੈ। ‘ਆਪ’ ਨੇ ਬਿਕਰਮ ਮਜੀਠੀਆ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਕਰਾਰ ਦਿੱਤਾ ਹੈ।ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਵਿਅਕਤੀ, ਜੋ ਨਸ਼ਿਆਂ ਦੇ ਕਾਰੋਬਾਰ ਰਾਹੀਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਕਰਕੇ, ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਮੁਕੱਦਮੇ ਅਧੀਨ ਹੈ, ਉਸ ਵੱਲੋਂ ਆਜ਼ਾਦੀ ਅਤੇ ਭ੍ਰਿਸ਼ਟਾਚਾਰ ਦੀ ਗੱਲ ਕਰਨ ਦੀ ਹਿੰਮਤ ਕਰਨਾ ਹਾਸੋਹੀਣਾ ਹੈ। ਕੰਗ ਨੇ ਅੱਗੇ ਕਿਹਾ ਕਿ ਮਜੀਠੀਆ ਨੇ 3 ਕਰੋੜ ਪੰਜਾਬੀਆਂ ਵੱਲੋਂ ਚੁਣੇ ਗਏ ਪੰਜਾਬ ਦੇ ਮੁੱਖ ਮੰਤਰੀ ਦਾ ਨਿਰਾਦਰ ਕੀਤਾ ਪਰ ਇਹ ਭੁੱਲ ਗਿਆ ਕਿ ਉਹ ਨਕਾਰੇ ਹੋਏ ਨੇਤਾ ਹਨ ਅਤੇ ਉਨ੍ਹਾਂ ਕੋਲ ਕਿਸੇ ਨੂੰ ਸਵਾਲ ਕਰਨ ਦਾ ਕੋਈ ਅਧਾਰ ਨਹੀਂ ਹੈ।ਕੰਗ ਨੇ ਮਜੀਠੀਆ ਨੂੰ ਯਾਦ ਦਿਵਾਇਆ ਕਿ ਜਦੋਂ ਉਹ ਅਕਾਲੀ ਸਰਕਾਰ ਵਿੱਚ ਲੋਕ ਸੰਪਰਕ ਮੰਤਰੀ ਸਨ ਤਾਂ ਉਨ੍ਹਾਂ ਨੇ 2007 ਤੋਂ 2017 ਤੱਕ ਏਬੀਪੀ ਸਾਂਝਾ ਵਰਗੇ ਚੈਨਲਾਂ ਨੂੰ ਮੁੱਖ ਕੇਬਲ ’ਤੇ ਪ੍ਰਸਾਰਿਤ ਨਹੀਂ ਹੋਣ ਦਿੱਤਾ ਅਤੇ ਅੱਜ ਉਸੇ ਚੈਨਲ ਨੇ ਉਹਨਾਂ ਦੀ ਸਾਰੀ ਪ੍ਰੈਸ ਕਾਨਫਰੰਸ ਦਾ ਸਿੱਧਾ ਪ੍ਰਸਾਰਣ ਕੀਤਾ। ਕੀ ਇਹ ਇਸ ਗੱਲ ਦਾ ਸਬੂਤ ਨਹੀਂ ਹੈ ਕਿ ਮੀਡੀਆ ਨੂੰ ਕਿਸ ਨੇ ਬੰਦ ਕਰਨ ਦੀ ਕੋਸ਼ਿਸ਼ ਕੀਤੀ। ਕੰਗ ਨੇ ਕਿਹਾ ਕਿ ਸਪੋਕਸਮੈਨ ਰਿਪੋਰਟਰ ਰਾਜੇਸ਼ ਸਹਿਗਲ ਅਜੇ ਵੀ ਅਦਾਲਤ ਵਿੱਚ ਇਨਸਾਫ਼ ਲਈ ਲੜ ਰਿਹਾ ਹੈ ਕਿਉਂਕਿ ਉਸਨੇ 1998 ਦੀਆਂ ਚੋਣਾਂ ਦੌਰਾਨ ਸੁਖਬੀਰ ਬਾਦਲ ਵੱਲੋਂ ਬੂਥਾਂ ’ਤੇ ਕਬਜ਼ਾ ਕਰਨ ਦੀ ਖ਼ਬਰ ਪ੍ਰਕਾਸ਼ਿਤ ਕੀਤੀ ਸੀ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਨਿਊਜ਼ 18 ਦੇ ਪੱਤਰਕਾਰਾਂ ਨੂੰ ਬੇਅਦਬੀ ਦੀਆਂ ਘਟਨਾਵਾਂ ਦੀ ਰਿਪੋਰਟਿੰਗ ਕਰਨ ਕਰਕੇ ਤੰਗ ਪ੍ਰੇਸ਼ਾਨ ਕੀਤਾ ਅਤੇ ਮਾਲਵੇ ਵਿੱਚ ਇੱਕ ਧਾਰਮਿਕ ਸਮਾਗਮ ਦੀ ਕਵਰੇਜ ਕਰਨ ਬਦਲੇ ਪੱਤਰਕਾਰਾਂ ਵਿਰੁੱਧ ਬਲਾਤਕਾਰ ਤੱਕ ਦੇ ਕੇਸ ਦਰਜ ਕੀਤੇ। 10 ਸਾਲਾਂ ਤੱਕ ਮੀਡੀਆ ਵਿੱਚ ਸਿਰਫ ਅਕਾਲੀ ਦਲ ਦੇ ਪੀ.ਟੀ.ਸੀ. ਦੀ ਅਜਾਰੇਦਾਰੀ ਰਹੀ ਅਤੇ ਅਕਾਲੀ ਸਰਕਾਰ ਨੇ ਪੰਜਾਬ ਵਿੱਚ ਬਹੁਤ ਸਾਰੇ ਪੱਤਰਕਾਰਾਂ ਦੇ ਕੈਰੀਅਰ ਨੂੰ ਬਰਬਾਦ ਕਰ ਦਿੱਤਾ ਅਤੇ ਕਈ ਚੈਨਲ ਬੰਦ ਕਰ ਦਿੱਤੇ।ਕੰਗ ਨੇ ਕਿਹਾ ਕਿ ’ਆਪ’ ਲੋਕਤੰਤਰ ਦੇ ਚੌਥੇ ਥੰਮ ਦਾ ਸਤਿਕਾਰ ਕਰਦੀ ਹੈ ਅਤੇ ਸਾਡੇ ਸੰਵਿਧਾਨ ਅਨੁਸਾਰ ਹਰ ਕਿਸੇ ਨੂੰ ਬੋਲਣ ਅਤੇ ਪ੍ਰਗਟਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿੱਚ ਕਿਸੇ ਨਾਲ ਵੀ ਕੋਈ ਬਦਲਾਖੋਰੀ ਨਹੀਂ ਹੈ, ਪਰ ਕਾਨੂੰਨ ਕਿਸੇ ਨੂੰ ਵੀ ਫਿਰਕੂ ਸ਼ਾਂਤੀ ਲਈ ਖਤਰਾ ਪੈਦਾ ਕਰਨ ਵਾਲੀ ਸਮੱਗਰੀ ਪ੍ਰਕਾਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੰਦਾ।

200 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ ਅਤੇ ਦਿੱਲੀ ਆਬਕਾਰੀ ਘੁਟਾਲੇ ਦੀ ਤਰਜ਼ ’ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਵੇ : ਬਿਕਰਮ ਸਿੰਘ ਮਜੀਠੀਆ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਬਕਾਰੀ ਵਿਭਾਗ ਵਿਚ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ ਅਤੇ ਮੰਗ ਕੀਤੀ ਕਿ ਦਿੱਲੀ ਪੈਟਰਨ ਅਨੁਸਾਰ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ ਅਤੇ ਘੁਟਾਲੇ ਵਿਚ ਸ਼ਾਮਲ ਸਾਰੇ ਦੋਸ਼ੀਆਂ ਦੀ ਸੀ ਬੀ ਆਈ ਜਾਂਚ ਹੋਵੇ।ਇਥੇ ਇਕ ਪ੍ਰੈਸ ਕਾਨਫਰੰਸ ਵਿਚ ਘੁਟਾਲੇ ਨੂੰ ਬੇਨਕਾਬ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਸ੍ਰੀ ਹਰਪਾਲ ਚੀਮਾ ’ਤੇ ਆਬਕਾਰੀ ਮਾਲੀਏ ਵਿਚ 41 ਫੀਸਦੀ ਵਾਧਾ ਹੋਣ ਦੇ ਝੂਠੇ ਦਾਅਵੇ ਕਰਨ ਦੇ ਵੀ ਦੋਸ਼ ਲਗਾਏ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਸਿਰਫ 10.26 ਫੀਸਦੀ ਬਣਦਾ ਹੈ।ਵੇਰਵੇ ਸਾਂਝੇ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੰਤਰੀ ਮੰਡਲ ਵੱਲੋਂ ਮੰਤਰੀਆਂ ਦੇ ਸਮੂਹ ਦੀ ਰਿਪੋਰਟ ਦੀ ਪ੍ਰਵਾਨਗੀ ਹੀ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕਰਦੀ ਹੈ। ਉਹਨਾਂ ਨੇ ਆਬਕਾਰੀ ਕਮਿਸ਼ਨਰ, ਜਿਹਨਾਂ ਨੇ ਮੌਜੂਦਾ ਆਬਕਾਰੀ ਨੀਤੀ ਵਿਚ ਉਣਤਾਈਆਂ ਤੇ ਕਮੀਆਂ ਦੀ ਘੋਖ ਲਈ ਕਮੇਟੀ ਬਣਾਈ, ਦਾ ਦਸਤਾਵੇਜ਼ ਵੀ ਜਾਰੀ ਕੀਤਾ। ਉਹਨਾਂ ਦੱਸਿਆ ਕਿ ਇਸ ਨੋਟ ਵਿਚ ਦੱਸਿਆ ਗਿਆਹੈ ਕਿ ਐਲ 1 ਲਾਇਸੰਸ ਰਾਹੀਂ ਸ਼ਰਾਬ ਉਤਪਾਦਨ ਕਰਨ ਵਾਲੇ ਲਈ ਲਾਭ ਰਿਟੇਲਰ ਨੂੰ ਨਹੀਂ ਦਿੱਤਾ ਗਿਆ ਬਲਕਿ ਐਲ 1 ਲਾਇਸੰਸ ਧਾਰਕ ਆਪਣੀ ਮਨਮਰਜ਼ੀ ਦੇ ਰੇਟ ਲਗਾ ਕੇ ਰਿਟੇਲਰਾਂ ਨੂੰ ਸ਼ਰਾਬ ਦਿੰਦੇ ਰਹੇ ਹਨ। ਉਹਨਾਂ ਦੱਸਿਆ ਕਿ ਕਮੇਟੀ ਦੀ ਰਿਪੋਰਟ ਦੇ ਨਾਲ ਨਾਲ ਆਬਕਾਰੀ ਮਾਮਲਿਆਂ ’ਤੇ ਮੰਤਰੀਆਂ ਦੇ ਸਮੂਹ ਦੀ ਰਿਪੋਰਟ ਵਿਚ ਸਪਸ਼ਟ ਕਿਹਾ ਗਿਆ ਹੈ ਕਿ ਪਿਛਲੇ ਸਾਲ ਐਲ 1 ਲਾਇਸੰਸ ਧਾਰਕਾਂ ਤੋਂ 28 ਕਰੋੜ ਰੁਪਏ ਇਕੱਤਰ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਨੇ ਇਸ ਸਾਲ ਹੋਣ ਵਾਲੀ ਆਮਦਨ ਦੀ ਤਜਵੀਜ਼ 150 ਕਰੋੜ ਰੁਪਏ ਤੱਕ ਵਧਾ ਦਿੱਤੀ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਹੋਇਆ ਹੈ ਜਦੋਂ ਦਿੱਲੀ ਵਿਚ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਜੋ ਪੰਜਾਬ ਆਬਕਾਰੀ ਨੀਤੀ ਘਾੜੇ ਵੀ ਹਨ, ਦੀ ਗ੍ਰਿਫਤਾਰੀ ਹੋਈ ਹੈ। ਉਹਨਾਂ ਕਿਹਾ ਕਿ ਹੁਣ ਅਚਨਚੇਤ ਆਪ ਸਰਕਾਰ ਨੂੰ ਆਪਣੇ ਹੀ ਸ਼ਬਦ ਮਹਿਸੂਸ ਹੋ ਗੲ ਹਨ ਕਿ ਐਲ 1 ਧਾਰਕਾਂ ਦਾ ਫੈਸਲਾ ਲੈਣ ਵੇਲੇ ਠੋਸ ਆਰਥਿਕ ਸਿਧਾਂਤਾਂ ਦੇ ਆਧਾਰ ’ਤੇ ਤਰਕਸੰਗਤ ਫੈਸਲੇ ਲਏ ਜਾਣੇ ਚਾਹੀਦੇ ਹਨ।ਸ: ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ਕੇਸਾਂ ਤੇ ਗ੍ਰਿਫਤਾਰੀਆਂ ਤੋਂ ਬੱਚਣ ਵਾਸਤੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਤੇ ਇਸਦੇ ਅਧਿਕਾਰੀ ਪਿਛਲੇ ਸਾਲ ਸੂਬੇ ਦੇ ਖਜ਼ਾਨੇ ਦੀ ਹੋਈ ਲੁੱਟ ਦੀ ਜਵਾਬਦੇਹੀ ਤੋਂ ਬਚ ਨਹੀਂ ਸਕਦੇ। ਉਹਨਾਂ ਕਿਹਾ ਕਿ ਇਹ ਲੁੱਟ ਘੱਟ ਤੋਂ ਘੱਟ 200 ਕਰੋੜ ਰੁਪਏ ਦੀ ਸੀ ਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਵਿਚ ਸ਼ਰਾਬ ਦੇ ਦੋ ਪ੍ਰਮੁੱਖ ਠੇਕੇਦਾਰਾਂ ਅਮਨ ਢੱਲ ਤੇ ਤੁਸ਼ਾਰ ਚੋਪੜਾ ਪਹਿਲਾਂ ਹੀ ਦਿੱਲੀ ਵਿਚ ਆਬਕਾਰੀ ਨੀਤੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ ਅਤੇ ਢੱਲ ਪਹਿਲਾਂ ਹੀ ਸਲਾਖਾਂ ਪਿੱਛੇ ਹੈ। ਸ: ਮਜੀਠੀਆ ਨੇ ਮੌਜੂਦਾ ਹਾਲਾਤਾਂ ਲਈ ਮੁੱਖ ਮੰਤਰੀ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਆਪ ਹਾਈ ਕਮਾਂਡ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਤੇ ਐਲ 1 ਲਾਇਸੰਸ ਧਾਰਕਾਂ ਦੀ ਗਿਣਤੀ 74 ਤੋਂ ਘਟਾ ਕੇ 7 ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਕਾਰਨ ਨਾ ਸਿਰਫ ਕਾਰੋਬਾਰ ਵਿਚ ਏਕਾਧਿਕਾਰ ਕਾਇਮ ਹੋਇਆ ਹੈ ਬਲਕਿ ਮੁਨਾਫਾ 5 ਤੋਂ ਵੱਧ ਕੇ 10 ਫੀਸਦੀ ਹੋ ਗਿਆ ਹੈ ਜਿਸ ਨਾਲ ਐਲ 1 ਲਾਇਸੰਸ ਧਾਰਕਾਂ ਨੂੰ ਚੋਖਾ ਲਾਭ ਹੋਇਆ ਹੈ, ਜਿਹਨਾਂ ਨੇ ਬਦਲੇ ਵਿਚ ਰਾਜ ਦੇ ਖ਼ਜ਼ਾਨੇ ਵਾਸਤੇ ਕੁਝ ਨਹੀਂ ਦਿੱਤਾ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਆਪ ਦੇ ਅਹੁਦੇਦਾਰਾਂ ਨੂੰ ਰਿਸ਼ਵਤ ਦਿੱਤੀ ਗਈ ਹੈ ਜਿਸ ਨਾਲ ਸੂਬੇ ਦੇ ਹਿੱਤਾਂ ਦਾ ਨੁਕਸਾਨ ਹੋਇਆ ਹੈ। ਅਕਾਲੀ ਆਗੂ ਨੇ ਵਿੱਤ ਮੰਤਰੀ ਵੱਲੋਂ ਮਾਲੀਏ ਵਿਚ 41 ਫੀਸਦੀ ਦਾ ਵਾਧਾ ਹੋਣ ਦੇ ਦਾਅਵੇ ਨੂੰ ਵੀ ਲੀਰੋ ਲੀਰ ਕੀਤਾ ਤੇ ਦੱਸਿਆ ਕਿ ਪਿਛਲੇ ਸਾਲ ਦੇ 926 ਕਰੋੜ ਰੁਪਏ ਨੂੰ ਅਗਲੇ ਸਾਲ ਵਿਚ ਜੋੜਿਆ ਗਿਆ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ ਸੂਬੇ ਵੱਲੋਂ ਇਕੱਤਰ ਕੀਤੇ ਵੈਟ ਨੂੰ ਵੀ ਇਸ ਵਿਚ ਜੋੜਿਆ ਗਿਆ ਹੈ। ਉਹਨਾਂ ਦੱਸਿਆ ਕਿ ਅਸਲ ਵਿਚ ਆਬਕਾਰੀ ਮਾਲੀਆ 7916 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 10.26 ਫੀਸਦੀ ਵੱਧ ਹੈ।ਇਸ ਦੌਰਾਨ ਸ: ਮਜੀਠੀਆ ਨੇ ਮੀਡੀਆ, ਕਲਾਕਾਰਾਂ, ਬੁੱਧੀਜੀਵੀਆਂ ਜਿਹਨਾਂ ਨੇ ਸਰਕਾਰ ’ਤੇ ਸਵਾਲ ਚੁੱਕੇ, ਨੂੰ ਦਬਾਉਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪਹਿਲਾਂ ਸਰਕਾਰ ਨੇ ਅਜੀਤ ਅਖਬਾਰ ਸਮੂਹ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕੀਤੀ ਸੀ। ਉਹਨਾਂ ਕਿਹਾ ਕਿ ਇਹ ਸਭ ਕੁਝ ਤਾਂ ਹੀ ਕੀਤਾ ਜਾ ਰਿਹਾ ਹੈ ਕਿਉਂਕਿ ਕੱਟੜ ਬੇਈਮਾਨ ਪਾਰਟੀ ਹਰ ਮੁਹਾਜ਼ ’ਤੇ ਆਪਣੀ ਅਸਫਲਤਾ ’ਤੇ ਪਰਦਾ ਪਾਉਣਾ ਚਾਹੁੰਦੀ ਹੈ।

ਇਮਾਨਦਾਰ ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ਵਿਚ ਵਿਆਪਕ ਵਾਧਾ ਹੋਇਆ ਅਤੇ ਪੰਜਾਬ ਵਾਸੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ-ਮੁੱਖ ਮੰਤਰੀ

0

ਆਬਕਾਰੀ ਮਾਲੀਏ ਵਿਚ 2587 ਕਰੋੜ ਰੁਪਏ ਤੇ ਟਰਾਂਸਪੋਰਟ ਵਿਭਾਗ ਵਿਚ 661 ਕਰੋੜ ਰੁਪਏ ਦਾ ਵਾਧਾ
ਜੀ.ਐਸ.ਟੀ. ਦੀ ਵਸੂਲੀ 16.6 ਫੀਸਦੀ ਅਤੇ ਜਾਇਦਾਦ ਦੀ ਰਜਿਸਟਰੀਆਂ ਦੇ ਮਾਲੀਏ ਵਿਚ 26 ਫੀਸਦੀ ਦਾ ਇਜ਼ਾਫਾ
ਵਿੱਤੀ ਸਾਲ 2022-23 ਲਈ ਪੀ.ਐਸ.ਪੀ.ਸੀ.ਐਲ. ਨੂੰ ਸਬਸਿਡੀ ਬਿੱਲ ਵਜੋਂ 20200 ਕਰੋੜ ਰੁਪਏ ਅਦਾ ਕੀਤੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 7 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਵਿਆਪਕ ਪੱਧਰ ’ਤੇ ਮਾਲੀਆ ਪੈਦਾ ਹੋਇਆ ਹੈ ਜਿਸ ਨਾਲ ਪੰਜਾਬ ’ਵਿੱਤੀ ਘਾਟੇ’ ਤੋਂ ’ਵਿੱਤੀ ਲਾਭ’ ਵਾਲੇ ਸੂਬੇ ਵਿੱਚ ਤਬਦੀਲ ਹੋ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਹਮੇਸ਼ਾ ਹੀ ਆਪਣੇ ਨਿੱਜੀ ਹਿੱਤ ਪੂਰੇ ਕਰਨ ਲਈ ਸੋਚਦੀਆਂ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸਾਰੀਆਂ ਚੋਰ-ਮੋਰੀਆਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯਤਨਾਂ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸੂਬਾ ਵੱਧ ਤੋਂ ਵੱਧ ਮਾਲੀਆ ਪੈਦਾ ਕਰਨ ਦੇ ਸਮਰੱਥ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਇਮਾਨਦਾਰ ਸਰਕਾਰ ਨੇ ਸਿਆਸਤਦਾਨਾਂ ਦੇ ਨਿੱਜੀ ਘਰਾਂ ਵਿਚ ਫੰਡ ਜਾਣ ਦੀ ਬਜਾਏ ਫੰਡਾਂ ਦਾ ਮੁਹਾਣ ਸਰਕਾਰੀ ਖ਼ਜ਼ਾਨੇ ਵੱਲ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਤਿੰਨ ਮਹੀਨੇ ਦੀ ਦੇਰੀ ਨਾਲ ਆਬਕਾਰੀ ਨੀਤੀ ਅਮਲ ਵਿਚ ਲਿਆਂਦੀ ਸੀ ਪਰ ਇਸ ਨਾਲ ਸੂਬੇ ਨੂੰ 8841 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਮਾਲੀਆ ਪਿਛਲੇ ਸਾਲ ਨਾਲੋਂ 2587 ਕਰੋੜ ਰੁਪਏ ਵੱਧ ਹੈ, ਜੋ ਕਿ ਲਗਭਗ 41.41 ਫੀਸਦੀ ਵੱਧ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਲਈ 9754 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ ਅਤੇ ਆਪਣੇ ਨਿਰੰਤਰ ਯਤਨਾਂ ਸਦਕਾ ਇਸ ਟੀਚੇ ਨੂੰ ਵੀ ਪੂਰਾ ਕਰ ਲਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਸੂਬੇ ਵਿੱਚ ਜ਼ੀਰੋ ਟੈਕਸ ਵਾਲਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਪਣੀ ਕਿਸਮ ਦੀ ਪਹਿਲੀ ਲੋਕ ਪੱਖੀ ਪਹਿਲਕਦਮੀ ਹੈ, ਜੋ ਲੋਕਾਂ ਦੀ ਭਲਾਈ ਯਕੀਨੀ ਬਣਾਏਗੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇੱਕ ਹੋਰ ਅਹਿਮ ਪ੍ਰਾਪਤੀ ’ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜੀ.ਐਸ.ਟੀ. ਦੀ ਵਸੂਲੀ ਵਿੱਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਜੀ.ਐਸ.ਟੀ. ਦੀ ਵਸੂਲੀ ਵਿੱਚ ਸਭ ਤੋਂ ਮਾੜਾ ਪ੍ਰਦਰਸ਼ਨ ਕਰ ਰਿਹਾ ਸੀ ਪਰ ਹੁਣ 16.6 ਫੀਸਦੀ ਦੇ ਵਾਧੇ ਨਾਲ ਸੂਬਾ ਜੀ.ਐਸ.ਟੀ. ਕੁਲੈਕਸ਼ਨ ਵਿੱਚ ਸਭ ਤੋਂ ਚੰਗਾ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਵਿੱਤੀ ਸਾਲ ਵਿਚ 18126 ਕਰੋੜ ਰੁਪਏ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਹੈ ਜਦਕਿ ਉਸ ਤੋਂ ਪਿਛਲੇ ਸਾਲ 15542 ਕਰੋੜ ਰੁਪਏ ਇਕੱਤਰ ਹੋਏ ਸਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੀਹੋਂ ਹਟਵਾਂ ਉਪਰਾਲਾ ਕਰਦੇ ਹੋਏ ਜ਼ਮੀਨ-ਜਾਇਦਾਦ ਦੀ ਰਜਿਸਟ?ਰੇਸ਼ਨ ਲਈ ਸਟੈਂਪ ਡਿਊਟੀ ’ਤੇ 2.25 ਫੀਸਦੀ ਦੀ ਛੋਟ ਦੇਣ ਦਾ ਨਵਾਂ ਤਜਰਬਾ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਮਾਰਚ ਮਹੀਨੇ ਵਿੱਚ ਮਾਲੀਆ ਉਗਰਾਹੀ ਵਿੱਚ ਨਵਾਂ ਰਿਕਾਰਡ ਪੈਦਾ ਹੋਇਆ ਹੈ। ਇਸ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਰਵਰੀ ਮਹੀਨੇ ਵਿੱਚ 339 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਇਆ ਸੀ ਜਦਕਿ ਮਾਰਚ ਮਹੀਨੇ ਵਿਚ ਇਹ ਮਾਲੀਆ ਵਧ ਕੇ 658.68 ਕਰੋੜ ਰੁਪਏ ਹੋ ਗਿਆ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਕਰਕੇ ਖੇਤੀ ਨਾਲ ਜੁੜੇ ਲੋਕਾਂ ਦੇ ਸੁਝਾਅ ਉੱਤੇ ਹੁਣ ਇਹ ਛੋਟ 30 ਅਪਰੈਲ ਤੱਕ ਵਧਾ ਦਿੱਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੀ.ਐਸ.ਪੀ.ਸੀ.ਐਲ. ਨੂੰ ਘਾਟੇ ਵਾਲ ਅਦਾਰਾ ਮੰਨਿਆ ਜਾਂਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਕ ਖੇਤਰ ਦੇ ਇਸ ਅਦਾਰੇ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ 20,200 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਜਾਰੀ ਕੀਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬਸਿਡੀ ਵਿੱਚੋਂ 9063.79 ਕਰੋੜ ਰੁਪਏ ਖੇਤੀਬਾੜੀ ਸੈਕਟਰ ਨੂੰ, 8285.90 ਕਰੋੜ ਰੁਪਏ ਘਰੇਲੂ ਖਪਤਕਾਰਾਂ ਲਈ ਸਬਸਿਡੀ ਵਜੋਂ ਅਤੇ 2911 ਕਰੋੜ ਰੁਪਏ ਸਨਅਤੀ ਸੈਕਟਰ ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਪੀ.ਐਲ.ਪੀ.ਸੀ.ਐਲ. ਦਾ 9020 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਮਿਲਿਆ ਸੀ ਅਤੇ ਸੂਬਾ ਸਰਕਾਰ 1894 ਕਰੋੜ ਰੁਪਏ ਦੀਆਂ ਪੰਜ ਕਿਸ਼ਤਾਂ ਰਾਹੀਂ ਇਹ ਕਰਜ਼ਾ ਵੀ ਮੋੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 3538 ਨੌਜਵਾਨਾਂ ਨੂੰ ਪਾਵਰਕਾਮ ਵਿੱਚ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਕੋਲਾ ਖਾਣ ਤੋਂ ਕੋਲੇ ਦੀ ਨਿਰਵਿਘਨ ਸਪਲਾਈ ਸ਼ੁਰੂ ਹੋ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਵਿੱਚ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵਧ ਰਿਹਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਕੇਂਦਰ ਤੋਂ ਪੇਂਡੂ ਵਿਕਾਸ ਫੰਡ ਦਾ ਬਕਾਇਆ ਲੈਣ ਲਈ ਅਦਾਲਤ ਵਿੱਚ ਜਾਣ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਰ.ਡੀ.ਐਫ. ਤਹਿਤ 30,000 ਕਰੋੜ ਰੁਪਏ ਦੇ ਫੰਡਾਂ ਨੂੰ ਰੋਕ ਕੇ ਸੂਬੇ ਨੂੰ ਬੇਲੋੜਾ ਪ੍ਰੇਸ਼ਾਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਫੰਡ ਹਾਸਲ ਕਰਨ ਲਈ ਸਾਰੀ ਰਸਮੀ ਕਾਰਵਾਈ ਪੂਰੀ ਕਰ ਲਈ ਹੈ ਪਰ ਫਿਰ ਵੀ ਕੇਂਦਰ ਸਰਕਾਰ ਨੇ ਸੂਬੇ ਦੇ ਜਾਇਜ਼ ਫੰਡਾਂ ਨੂੰ ਜਾਣ-ਬੁੱਝ ਕੇ ਰੋਕ ਦਿੱਤਾ ਹੈ, ਜੋ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਦੇ 28,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਵਿੱਚ ਚੋਣ ਦਾ ਇੱਕੋ-ਇੱਕ ਮਾਪਦੰਡ ਨਿਰੋਲ ਮੈਰਿਟ ਹੈ ਅਤੇ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਕ ਸਾਲ ਵਿੱਚ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ, ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਰਸਾਉਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ 504 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਅਤੇ ਅਜਿਹੇ 134 ਹੋਰ ਕਲੀਨਿਕ ਜਲਦੀ ਹੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 21.21 ਲੱਖ ਮਰੀਜ਼ ਲਾਭ ਉਠਾ ਚੁੱਕੇ ਹਨ ਅਤੇ ਕੁਝ ਹੀ ਮਹੀਨਿਆਂ ਵਿੱਚ ਲੱਖਾਂ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਘੱਟ ਹੁੰਦਾ ਹੈ ਤਾਂ ਪਹਿਲਾਂ ਮਿਲਦੇ 5400 ਰੁਪਏ ਦੇ ਮੁਕਾਬਲੇ ਹੁਣ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜੇਕਰ 75 ਫੀਸਦੀ ਤੋਂ ਵੱਧ ਨੁਕਸਾਨ ਹੋਇਆ ਤਾਂ ਪਹਿਲਾਂ ਮਿਲਦੇ 12000 ਰੁਪਏ ਪ੍ਰਤੀ ਏਕੜ ਦੇ ਮੁਕਾਬਲੇ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸਾਨਾਂ ਦੀ ਭਲਾਈ ਹਰ ਕੀਮਤ ’ਤੇ ਯਕੀਨੀ ਬਣਾਉਣਾ ਹੈ। ਸੂਬੇ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਵਿਸਾਖੀ ਤੱਕ ਮੁਆਵਜ਼ਾ ਵੰਡ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ ਰੇਤ ਦੀਆਂ 50 ਦੇ ਕਰੀਬ ਜਨਤਕ ਖੱਡਾਂ ਚੱਲ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗਿਣਤੀ ਵਿੱਚ ਵਾਧਾ ਕੀਤਾ ਜਾਵੇਗਾ ਕਿਉਂਕਿ ਸੂਬਾ ਸਰਕਾਰ ਛੇਤੀ ਹੀ ਸੂਬਾ ਭਰ ਵਿੱਚ 150 ਨਵੀਆਂ ਰੇਤ ਖੱਡਾਂ ਖੋਲ੍ਹੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਵਿੱਚ 5.50 ਰੁਪਏ ਪ੍ਰਤੀ ਘਣ ਫੁੱਟ ਰੇਤਾ ਸਪਲਾਈ ਕੀਤਾ ਜਾ ਰਿਹਾ ਹੈ।

ਬੋਰਡ ਨਤੀਜਿਆਂ ’ਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

0

ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 7 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿਚ 500 ਵਿੱਚੋਂ 500 ਨੰਬਰ ਲੈ ਕੇ ਪੰਜਾਬ ਭਰ ਵਿੱਚੋਂ ਪਹਿਲੇ ਅਤੇ ਦੂਜੇ ਨੰਬਰ ’ਤੇ ਆਈਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੂੰ ਅੱਜ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚੀਆਂ ਅਤੇ ਸਕੂਲ ਅਧਿਆਪਕਾਂ ਦੀ ਹੌਸਲਾ ਅਫ਼ਜਾਈ ਦੇ ਲਈ ਵਿਸੇਸ ਤੌਰ ’ਤੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਇਥੇ ਪੁੱਜੇ। ਸਾਬਕਾ ਵਿਧਾਇਕ ਵਲੋਂ ਇਨਾਂ ਵਿਦਿਆਰਥਣਾਂ ਦੀ ਅਧਿਆਪਕਾ ਸ੍ਰੀਮਤੀ ਮੀਨਾ ਰਾਣੀ ਨੂੰ ਵੀ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੁੱਖ ਅਧਿਆਪਕ ਸ਼੍ਰੀ ਗੁਰਪ੍ਰੀਤ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸਤੋਂ ਇਲਾਵਾ ਇਸੇ ਸਕੂਲ ਦੀ ਵਿਦਿਆਰਥਣ ਹਸਨਪ੍ਰੀਤ ਕੌਰ ਨੇ ਵੀ 500 ਵਿੱਚੋਂ 500 ਨੰਬਰ ਪ੍ਰਾਪਤ ਕੀਤੇ ਹਨ, ਨੂੰ ਵੀ ਸਨਮਾਨਿਤ ਕੀਤਾ ਗਿਆ। ਤਿੰਨੇ ਵਿਦਿਆਰਥਣਾਂ , ਕਲਾਸ ਟੀਚਰ ਅਤੇ ਮੁੱਖ ਅਧਿਆਪਕ ਨੂੰ ਇੱਕੀ-ਇੱਕੀ ਸੌ ਰੁਪਏ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ।ਇਸ ਪ੍ਰਾਪਤੀ ਲਈ ਸਕੂਲ ਦੇ ਸਮੂਹ ਸਟਾਫ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਵੀ ਸ਼ਲਾਘਾ ਕੀਤੀ ਗਈ।

ਫੀਲਡ ਕਾਮਿਆਂ ਨੇ ਅਪਣੀਆਂ ਮੰਗਾਂ ਨੂੰ ਲੈ ਕੇ ਨਿਗਰਾਨ ਇੰਜੀਨੀਅਰ ਸੀਵਰੇਜ ਬੋਰਡ ਨਾਲ ਕੀਤੀ ਮੀਟਿੰਗ

ਸੁਖਜਿੰਦਰ ਮਾਨ
ਬਠਿੰਡਾ, 7 ਅਪ੍ਰੈਲ : ਪੀ ਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਬਠਿੰਡਾ ਦੀ ਫੀਲਡ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਸੰਦੀਪ ਸਿੰਘ ਰੋਮਾਣਾ ਨਿਗਰਾਨ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਬਠਿੰਡਾ ਨਾਲ ਮੀਟਿੰਗ ਹੋਈ ਜਿਸ ਵਿਚ ਬਠਿੰਡਾ ਅਤੇ ਮਾਨਸਾ ਦੇ ਮੰਡਲ ਦਫਤਰਾਂ ਅਧੀਨ ਆਉਂਦੇ ਫੀਲਡ ਕਰਮਚਾਰੀਆਂ ਦੀਆਂ ਮੰਗਾਂ ਤੇ ਵਿਚਾਰ ਵਟਾਂਦਰਾ ਤੇ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਗੱਲਬਾਤ ਹੋਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੰਟਰੈਕਟ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ, ਕੰਨਟੈਕਟ ਕਰਮਚਾਰੀਆਂ ਨੂੰ ਪੱਕੇ ਕਰਨ ਸਬੰਧੀ ਲਿਸਟਾਂ ਮੁੱਖ ਦਫ਼ਤਰ ਨੂੰ ਸਮੇਂ ਸਿਰ ਭੇਜਣ ਬਾਰੇ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਲਿਆਂਦਾ ਗਿਆ, ਦਰਜਾ ਚਾਰ ਕਰਮਚਾਰੀਆਂ ਤੇ ਪਰਮੋਸ਼ਨ ਚੈਨਲ ਲਾਗੂ ਕਰਨਾ,ਰਿਟਾਇਰਮੈਂਟ ਕਰਮਚਾਰੀਆਂ ਦੇ ਡਿਊਜ ਸਮੇਂ ਸਿਰ ਦੇਣਾ,ਖਾਲੀ ਪੋਸਟਾਂ ਭਰਨਾ, ਅਧਿਕਾਰੀ ਵੱਲੋਂ ਵਿਸ਼ਵਾਸ ਦੁਆਇਆ ਗਿਆ ਕਿ ਫੀਲਡ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਕਿਸ਼ੋਰ ਚੰਦ ਗਾਜ, ਜੁਇਟ ਸਕੱਤਰ ਦਰਸ਼ਨ ਸ਼ਰਮਾ, ਸੁਖਚੈਨ ਸਿੰਘ ਲਖਵੀਰ ਭਾਗੀਵਾਂਦਰ, ਮੱਖਣ ਸਿੰਘ , ਕੁਲਵਿੰਦਰ ਸਿੰਘ, ਪੂਰਨ ਸਿੰਘ,ਗੁਰਚਰਨ ਜੌੜਕੀਆਂ, ਕਲਵੰਤ ਸਿੰਘ ਸ਼ਾਮਲ ਹੋਏ। ਮੀਟਿੰਗ ਉਪਰੰਤ ਸੂਬਾ ਆਗੂ ਸੁਖਚੈਨ ਸਿੰਘ ਨੇ ਦੱਸਿਆ ਕਿ ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਵੱਲੋਂ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਕੁੱਲਵਿੰਦਰ ਸਿੱਧੂ ਅਤੇ ਦਰਸ਼ਨ ਖਾਲਸਾ ਨੇ ਦੱਸਿਆ ਕਿ ਪੁਨਰ ਗਠਨ ਦੇ ਨਾਂ ਉੱਤੇ ਸਿੰਚਾਈ ਵਿਭਾਗ ਵਿੱਚ ਪੋਸਟਾਂ ਤੇ ਜੋ ਕੱਟ ਲਾਇਆ ਗਿਆ ਹੈ ਉਸ ਸਬੰਧੀ ਪੀ ਡਬਲਯੂਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਅਨੁਸਾਰ 10 ਅਪ੍ਰੈਲ ਤੋਂ 30 ਅਪ੍ਰੈਲ ਤੱਕ ਉਪ ਮੰਡਲ ਅਤੇ ਮੰਡਲ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰਕੇ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣੇ ਹਨ ਉਸ ਵਿੱਚ ਬਠਿੰਡਾ ਦੇ ਫੀਲਡ ਕਾਮੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰ-ਕਾਲਜ ਗਾਇਨ ਮੁਕਾਬਲਾ ਕਰਵਾਇਆ

0

ਸੁਖਜਿੰਦਰ ਮਾਨ
ਬਠਿੰਡਾ, 7 ਅਪ੍ਰੈਲ : ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਸਿੱਖਿਆ ਵਿਭਾਗ ਦੁਆਰਾ ਬੀ.ਐਫ.ਜੀ.ਆਈ. ਦੇ ਵਿਦਿਆਰਥੀਆਂ ਲਈ ਅੰਤਰ-ਕਾਲਜ ਗਾਇਨ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦੀ ਜੱਜਮੈਂਟ ਬਲਦੀਪ ਸਿੰਘ ਲੈਕਚਰਾਰ (ਮਿਊਜ਼ਿਕ) ਨੇ ਕੀਤੀ ਅਤੇ ਇਸ ਵਿਚ 20 ਪ੍ਰਤੀਯੋਗੀਆਂ ਨੇ ਭਾਗ ਲਿਆ। 2 ਗੇੜਾਂ ਵਿਚ ਹੋਏ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਆਪਣੀ ਗਾਇਨ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਬੀ.ਟੈੱਕ ਦੀ ਵਿਦਿਆਰਥਣ ਸ਼ਿੰਦਰਪਾਲ ਕੌਰ ਨੇ ਪਹਿਲਾ ਸਥਾਨ, ਬੀ.ਐਡ ਦੀ ਵਿਦਿਆਰਥਣ ਸੁਖਬੀਰ ਕੌਰ ਨੇ ਦੂਸਰਾ ਅਤੇ ਬੀ.ਟੀ.ਟੀ.ਐਮ. ਦੇ ਵਿਦਿਆਰਥੀ ਇਸ਼ਰੀਦ ਅਹਿਮਦ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮੰਗਲ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਨੇ ਜੱਜ ਸਾਹਿਬਾਨ ਅਤੇ ਹੋਰ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਪ੍ਰਬੰਧਕੀ ਮੈਂਬਰਾਂ ਰਮਨਦੀਪ ਕੌਰ ਅਤੇ ਮਨਪ੍ਰੀਤ ਕੌਰ ਦੇ ਸਾਰਥਿਕ ਯਤਨਾਂ ਦੀ ਪ੍ਰਸੰਸਾ ਕੀਤੀ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਬੈਠਕ

0

ਉਪ ਮੰਡਲ ਮੈਜਿਸਟਰੇਟ ਦੀ ਬਨਣ ਵਾਲੀ ਨਵੀਂ ਇਮਾਰਤ ਦਾ ਦੌਰਾ ਕਰਕੇ ਲਿਆ ਜਾਇਜ਼ਾ
ਸੁਖਜਿੰਦਰ ਮਾਨ
ਬਠਿੰਡਾ, 7 ਅਪ੍ਰੈਲ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹਰ ਸਾਲ ਮਨਾਏ ਜਾਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਅੱਜ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇੱਕ ਟੀਮ ਵਰਕ ਦੀ ਤਰ੍ਹਾਂ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਮਿਹਨਤ ਅਤੇ ਲਗਨ ਨਾਲ ਨਿਭਾਉਣ ਦੇ ਲੋੜੀਂਦੇ ਆਦੇਸ਼ ਦਿੱਤੇ। ਇਸ ਮੌਕੇ ਚੀਫ਼ ਵਿੱਪ ਪ੍ਰੋ: ਬਲਜਿੰਦਰ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦੇ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 14 ਅਪ੍ਰੈਲ ਨੂੰ ਪੂਰੀ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਐਸ.ਡੀ.ਐਮ. ਤਲਵੰਡੀ ਸਾਬੋ ਨੂੰ ਮੇਲਾ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਮੇਲਾ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਨੂੰ ਹਦਾਇਤ ਕਰਦਿਆਂ ਕਿਹਾ ਉਹ ਸੀਨੀਅਰ ਪੁਲਿਸ ਕਪਤਾਨ ਨਾਲ ਤਾਲਮੇਲ ਕਰਕੇ ਐਨਡੀਆਰਐਫ਼ ਅਤੇ ਗੋਤਾਖ਼ੋਰ ਟੀਮ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਉਨ੍ਹਾਂ ਡੀਐਸਪੀ ਤਲਵੰਡੀ ਸਾਬੋ ਨੂੰ ਕਿਹਾ ਕਿ ਉਹ ਪੁੱਛ-ਗਿੱਛ ਕੇਂਦਰਾਂ ਅਤੇ ਕੰਟਰੋਲ ਰੂਮਾਂ ਤੇ ਸੁਰੱਖਿਆ ਕਰਮਚਾਰੀਆਂ ਦੀ ਡਿਊਟੀ ਲਗਾਉਣਗੇ ਅਤੇ ਪੈਟਰੋਲਿੰਗ ਟੀਮਾਂ ਦਾ ਪ੍ਰਬੰਧ ਕਰਨਗੇ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਕਿਸੇ ਵੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸੀਨੀਅਰ ਪੁਲਿਸ ਕਪਤਾਨ ਦੀ ਮੰਗ ਅਨੁਸਾਰ ਫਾਇਰ ਬ੍ਰਿਗੇਡ ਦਾ ਪ੍ਰਬੰਧ ਕਰਨ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੀਐਮਓ ਬਠਿੰਡਾ ਮੈਡੀਕਲ ਫਸਟ ਏਡ ਪੋਸਟਾਂ ਦੇ ਕੰਮ ਲਈ ਓਵਰਆਲ ਇੰਚਾਰਜ ਹੋਣਗੇ। ਜਦੋਂਕਿ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਮੇਲੇ ਦੌਰਾਨ ਸੈਨੀਟੇਸ਼ਨ ਦੇ ਓਵਰਆਲ ਇੰਚਾਰਜ ਹੋਣਗੇ। ਮੇਲੇ ਤੋਂ ਪਹਿਲਾਂ-ਪਹਿਲਾਂ ਤਲਵੰਡੀ ਸਾਬੋ ਸ਼ਹਿਰ ਦੀ ਸਟਰੀਟ ਲਾਇਟ ਦੀ ਰਿਪੇਅਰ, ਸ਼ਹਿਰ ਅੰਦਰਲੀਆਂ ਸੜਕਾਂ ਦੇ ਡਿਵਾਈਡਰਾਂ ਦੀ ਰਿਪੇਅਰ ਅਤੇ ਰੰਗ ਰੋਗਨ, ਸੜਕਾਂ ਤੋਂ ਮਲਬਾ ਚੁਕਾਉਣਾ ਤੇ ਸ਼ਹਿਰ ਅੰਦਰਲੀਆਂ ਸੜਕਾਂ ਦੀ ਰਿਪੇਅਰ ਕਰਵਾਉਣਾ ਯਕੀਨੀ ਬਣਾਉਗੇ। ਸ਼ੌਕਤ ਅਹਿਮਦ ਪਰੇ ਨੇ ਕਾਰਜਕਾਰੀ ਇੰਜਨੀਅਰ ਜਨ ਸਿਹਤ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮੇਲੇ ਦੌਰਾਨ ਆਮ ਜਨਤਾ ਅਤੇ ਸ਼ਰਧਾਲੂਆਂ ਲਈ ਵੱਖ-ਵੱਖ ਥਾਵਾਂ ਤੇ ਆਰਜੀ ਪਖ਼ਾਨੇ ਬਣਵਾਉਣਗੇ। ਉਨ੍ਹਾਂ ਜਨਰਲ ਮੈਨੇਜ਼ਰ ਬੀਐਸਐਨਐਲ ਨੂੰ ਕਿਹਾ ਕਿ ਉਹ ਟੈਲੀਫੋਨ ਖੰਭਿਆਂ ਅਤੇ ਤਾਰਾ ਦੀ ਚੈਕਿੰਗ ਕਰਕੇ ਇਨ੍ਹਾਂ ਦੇ ਠੀਕ ਹੋਣ ਸਬੰਧੀ ਸਰਟੀਫਿਕੇਟ ਮੇਲਾ ਅਫ਼ਸਰ ਨੂੰ ਦੇਣਗੇ। ਜਨਰਲ ਮੈਨੇਜ਼ਰ ਪੀਆਰਟੀਸੀ ਰਿਕਵਰੀ ਵੈਨਾਂ, ਵਾਧੂ ਬੱਸਾਂ ਦਾ ਪ੍ਰਬੰਧ ਕਰਨਗੇ। ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਦੀ ਬਨਣ ਵਾਲੀ ਨਵੀਂ ਇਮਾਰਤ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਗਿਆ।

ਬਠਿੰਡਾ ਸ਼ਹਿਰ ’ਚ ਇੱਕ ਵਿਅਕਤੀ ਦੀ ਅੱਗ ਨਾਲ ਜਿੰਦਾ ਸੜ ਕੇ ਹੋਈ ਮੌਤ

0

ਸੁਖਜਿੰਦਰ ਮਾਨ
ਬਠਿੰਡਾ, 7 ਅਪ੍ਰੈਲ : ਸਥਾਨਕ ਸ਼ਹਿਰ ਦੀ ਅਮਰਪੁਰਾ ਬਸਤੀ ਵਿਚ ਬੀਤੀ ਅੱਧੀ ਰਾਤ ਇੱਕ ਨੌਜਵਾਨ ਵਿਅਕਤੀ ਦੀ ਅੱਗ ਨਾਲ ਜਿੰਦਾ ਸੜ ਕੇ ਮੌਤ ਹੋਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਵਰਕਰ ਮੌਕੇ ’ਤੇ ਪੁੱਜੇ ਤੇ ਬੁਰੀ ਤਰ੍ਹਾਂ ਸੜ ਚੁੱਕੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ। ਮੌਕੇ ਉਪਰ ਡੀਐਸਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਅਤੇ ਥਾਣਾ ਵਰਧਮਾਨ ਪੁਲਿਸ ਚੌਕੀ ਦੇ ਕਰਮਚਾਰੀ ਵੀ ਪੁੱਜੇ। ਸਹਾਰਾ ਵਰਕਰ ਸੰਦੀਪ ਗੋਇਲ ਨੇ ਦਸਿਆ ਕਿ ਇਹ ਘਟਨਾ ਅਮਰਪੁਰਾ ਬਸਤੀ ਦੀ ਗਲੀ ਨੰਬਰ 6/1 ਵਿੱਚ ਵਾਪਰੀ ਹੈ, ਜਿੱਥੇ ਇੱਕ ਘਰ ਵਿਚ ਲਾਸ਼ ਬੁਰੀ ਤਰ੍ਹਾਂ ਸੜੀ ਹਾਲਤ ’ਚ ਬਰਾਮਦ ਹੋਈ। ਕਮਰੇ ਵਿਚ ਸਮਾਨ ਵੀ ਸੜ ਕੇ ਸੁਆਹ ਹੋ ਗਿਆ ਸੀ। ਮ੍ਰਿਤਕ ਦੀ ਪਹਿਚਾਣ ਕਰਨੈਲ ਸਿੰਘ (45) ਪੁੱਤਰ ਵੀਰੂ ਸਿੰਘ ਦੇ ਤੌਰ ’ਤੇ ਹੋਈ ਹੈ। ਮੁਢਲੀ ਜਾਣਕਾਰੀ ਮੁਤਾਬਕ ਮ੍ਰਿਤਕ ਮੁਲਤਾਨੀਆ ਰੋਡ ’ਤੇ ਨਾਨ ਵੇਚਣ ਦਾ ਕੰਮ ਕਰਦਾ ਸੀ ਅਤੇ ਨਾਲ ਵੀ ਇਹ ਵੀ ਦਸਿਆ ਜਾ ਰਿਹਾ ਹੈ ਕਿ ਉਹ ਨਸ਼ੇ ਦਾ ਆਦੀ ਸੀ। ਸਹਾਰਾ ਵਰਕਰਾਂ ਮੁਤਾਬਕ ਘਟਨਾ ਵਾਲੀ ਥਾਂ ਉਪਰ ਵੀ ਇਹੀ ਲੱਗਦਾ ਸੀ ਕਿ ਨਸ਼ੇ ਦੇ ਕਾਰ ਬੀੜੀ ਆਦਿ ਕਾਰਨ ਅੱਗ ਲੱਗੀ ਹੋ ਸਕਦੀ ਹੈ। ਜਿਸਤੋਂ ਬਾਅਦ ਖੁਦ ਵੀ ਉਕਤ ਵਿਅਕਤੀ ਅੱਗ ਦੀ ਲਪੇਟ ’ਚ ਆ ਗਿਆ ਜਿਸਦੇ ਨਾਲ ਉਸਦੀ ਮੌਤ ਹੋ ਗਈ। ਉਧਰ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਬੇਸ਼ੱਕ ਮੁਢਲੀ ਪੜਤਾਲ ਮੁਤਾਬਕ ਇਹ ਕਿਸੇ ਰੰਜਿਸ਼ਾਨ ਕਾਰਨ ਵਾਪਰੀ ਘਟਨਾ ਨਹੀਂ ਜਾਪਦੀ, ਪ੍ਰੰਤੂ ਫ਼ਿਰ ਵੀ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਭਾਜਪਾ ਵਲੋਂ ਸਮਾਨਿਕ ਨਿਆਂ ਹਫ਼ਤੇ ਤਹਿਤ ਕੀਤੀ ਸ਼ਹਿਰ ਦੇ ਪਾਰਕਾਂ ਦੀ ਸਾਫ਼-ਸਫ਼ਾਈ

0

ਸੁਖਜਿੰਦਰ ਮਾਨ
ਬਠਿੰਡਾ, 7 ਅਪ੍ਰੈਲ : ਭਾਰਤੀ ਜਨਤਾ ਪਾਰਟੀ ਵੱਲੋਂ ਸਮਾਜਿਕ ਨਿਆਂ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੀ ਲੜੀ ਤਹਿਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਰਤੀ ਜਨਤਾ ਯੁਵਾ ਮੋਰਚਾ ਵਲੋਂ ਸ਼ਹਿਰ ਦੇ ਪਾਰਕਾਂ ਦੀ ਸਾਫ਼-ਸਫਾਈ ਮੁਹਿੰਮ ਚਲਾਈ ਗਈ। ਯੂਵਾ ਮੋਰਚੇ ਦੇ ਜਿਲ੍ਹਾ ਪ੍ਰਧਾਨ ਗੌਰਵ ਨਿਧਾਨੀਆਂ ਦੀ ਅਗਵਾਈ ਵਿੱਚ ਵਿੱਢੀ ਇਸ ਮੁਹਿੰਮ ਦੀ ਸ਼ੁਰੂਆਤ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸਫ਼ਾਈ ਕਰਕੇ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਨਾ ਭਾਰਤ ਨੂੰ ਸਵੱਛ ਬਣਾਉਣ ਦਾ ਹੈ । ਇਸ ਮੌਕੇ ਯੂਵਾ ਮੋਰਚੇ ਦੇ ਆਗੂ ਗੌਰਵ ਨਿਧਾਨੀਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੋਰਚੇ ਦੇ ਵਰਕਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਅਭਿਆਨ ਚਲਾ ਕੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਉਮੇਸ਼ ਸ਼ਰਮਾ, ਵਰਿੰਦਰ ਸ਼ਰਮਾ, ਅਸ਼ੋਕ ਬਾਲਿਆਂਵਾਲੀ, ਦੀਪਕ ਕਲੋਈ, ਸ਼ਾਮ ਲਾਲ ਅਗਰਵਾਲ ਅਨੂਪ ਗਰਗ, ਦੀਪਕ ਆਹੂਜਾ, ਅਸ਼ੋਕ ਚੌਹਾਨ, ਸੁਰਿੰਦਰ, ਰਾਜ ਕੁਮਾਰ , ਸ਼ਾਂਤਨੂ ਰਾਜੇਸ਼ ਕੁਮਾਰ ਤੋਂ ਇਲਾਵਾ ਭਾਜਪਾ ਯੁਵਾ ਮੋਰਚਾ ਦੇ ਅਹੁਦੇਦਾਰ ਸੰਦੀਪ ਕੁਮਾਰ, ਰੋਹਿਤ ਗਰਗ, ਗੌਰਵ ਗਰਗ, ਗੌਰਵ ਜਿੰਦਲ, ਮੁਕੇਸ਼ ਕੁਮਾਰ, ਲੋਹਿਤ ਸ਼ਰਮਾ, ਮੁਨੀਸ਼ ਮੰਗਲਾ, ਪੁਨੀਤ ਮੱਲ੍ਹਣ, ਫਰੈਂਕ ਗਰਗ, ਸੰਦੀਪ, ਚੌਹਾਨ, ਡਾ: ਹੈਪੀ ਸਿੰਘ, ਨਰੇਸ਼ ਅਰੋੜਾ ਲਵ , ਨਨਚਲ, ਮੀਨੂੰ ਬੇਗਮ , ਪੱਲਵੀ, ਕਮਲ ਨਿਧਾਨੀਆਂ, ਰਣਜੀਤ ਸਿੰਘ ਪਾਸਵਾਨ, ਸ਼ੁਭਮ ਕੁਮਾਰ, ਪ੍ਰਦੀਪ ਕੁਮਾਰ, ਰਿੱਕੀ ਨੰਦਾ, ਸੁਖਵਿੰਦਰ ਸਿੰਘ, ਦਿਲਖੁਸ਼, ਡਾ. ਨਿਰਮਲ ਥੋਰੀ , ਜਗਦੀਪ ਸਿੰਘ ਅਤੇ ਹੋਰ ਭਾਜਪਾ ਵਰਕਰ ਹਾਜ਼ਰ ਸਨ।

Our Visitor

1911782