Saturday, May 23, 2026
Home Blog Page 2161

ਵਿਧਾਇਕ ਬਲਕਾਰ ਸਿੱਧੂ ਨੇ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ

ਕਿਹਾ ਬਿਨ੍ਹਾਂ ਕਿਸੇ ਪੱਖਪਾਤ ਤੋਂ ਪੀੜ੍ਹਤ ਸਾਰੇ ਕਿਸਾਨਾਂ ਨੂੰ ਮਿਲੇਗਾ ਯੋਗ ਮੁਆਵਜ਼ਾ
ਸੁਖਜਿੰਦਰ ਮਾਨ
ਬਠਿੰਡਾ, 29 ਮਾਰਚ : ਬੀਤੇ ਦਿਨੀਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿਚ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਜਾਇਜਾ ਲੈਣ ਲਈ ਅੱਜ ਵਿਧਾਇਕ ਰਾਮਪੁਰਾ ਫੂਲ ਸ. ਬਲਕਾਰ ਸਿੰਘ ਸਿੱਧੂ ਪ੍ਰਸ਼ਾਸ਼ਨਿਕ ਅਧਿਕਾਰੀਆਂ ਸਮੇਤ ਪਿੰਡਾਂ ਵਿਚ ਪਹੁੰਚੇ।ਇਸ ਦੌਰਾਨ ਵਿਧਾਇਕ ਬਲਕਾਰ ਸਿੱਧੂ ਨੇ ਪਿੰਡ ਸਿਰੀਏਵਾਲਾ, ਬੁਰਜ ਲੱਧਾ ਸਿੰਘ ਵਾਲਾ, ਭਗਤਾ ਭਾਈਕਾ, ਕੇਸਰ ਸਿੰਘ ਵਾਲਾ, ਦਿਆਲਪੁਰਾ ਮਿਰਜਾ ਅਤੇ ਕੋਠਾਗੁਰੂ ਦੇ ਖੇਤਾਂ ਵਿਚ ਪਹੁੰਚ ਕੇ ਨੁਕਸਾਨੀਆਂ ਫਸਲਾਂ ਦਾ ਜਾਇਜਾ ਲਿਆ। ਇਸ ਮੌਕੇ ਵਿਧਾਇਕ ਸ. ਬਲਕਾਰ ਸਿੰਘ ਸਿੱਧੂ ਨੇ ਪੀੜ੍ਹਤ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇਕ ਦੋ ਦਿਨਾਂ ਵਿਚ ਸਪੈਸ਼ਲ ਗਿਰਦਾਵਰੀ ਸ਼ੁਰੂ ਕਰਵਾ ਕਿ ਬਿਨ੍ਹਾਂ ਕਿਸੇ ਪੱਖਪੱਤ ਪੀੜ੍ਹਤ ਸਾਰੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਮੌਕੇ ਸ. ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪਿਛਲੇ ਦਿਨਾਂ ਦੌਰਾਨ ਹੋਈ ਇਸ ਬੇਮੌਸਮੀ ਬਰਸਾਤ ਨੂੰ ਲੈ ਕੇ ਬੇਹੱਦ ਚਿੰਤਤ ਹਨ, ਜਿੰਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਸਪੈਸ਼ਲ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦਾ ਕੰਮ ਮੁਕੰਮਲ ਹੋਣ ਤੇ ਤੁਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਬਣਦਾ ਮੁਆਵਜ਼ਾ ਪਾ ਦਿੱਤਾ ਜਾਵੇਗਾ। ਇਸੇ ਦੌਰਾਨ ਉਨ੍ਹਾਂ ਦੱਸਿਆ ਕਿ ਆਪ ਸਰਕਾਰ ਵਲੋਂ ਖੇਤਾਂ ਵਿਚ ਕੰਮ ਕਰਨ ਵਾਲੇ ਕਾਮਿਆਂ ਦੀ ਵੀ ਆਰਥਿਕ ਮੱਦਦ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਗੜ੍ਹੇਮਾਰੀ ਦੌਰਾਨ ਹੋਏ ਨੁਕਸਾਨ ਦੀ ਪੂਰਤੀ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਉਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕੁਝ ਉਚ ਪਹੁੰਚ ਵਾਲੇ ਲੋਕ ਬਿਨ੍ਹਾਂ ਕਿਸੇ ਫ਼ਸਲ ਦਾ ਨੁਕਸਾਨ ਹੋਏ ਵੀ ਮੁਆਵਜ਼ਾ ਲੈਣ ਵਿਚ ਸਫ਼ਲ ਹੋ ਜਾਂਦੇ ਸਨ, ਪਰ ਹੁਣ ਅਜਿਹਾ ਨਹੀ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਲਤ ਜਾਣਕਾਰੀ ਦੇ ਦੇ ਕੇ ਮੁਆਵਜਾ ਹਾਸਿਲ ਕਰਨ ਵਾਲੇ ਵਿਆਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪੀੜ੍ਹਤ ਕਿਸਾਨਾਂ ਨੇ ਹਲਕਾ ਵਿਧਾਇਕ ਸਿੱਧੂ ਨੂੰ ਦੱਸਿਆਂ ਕਿ ਕੁਝ ਦੁਕਾਨਦਾਰ ਮੱਕੀ ਦੇ ਬੀਜ ਦਾ ਤੈਅ ਮੁੱਲ ਤੋਂ ਜ਼ਿਆਦਾ ਮੁੱਲ ਹਾਸਿਲ ਕਰ ਰਹੇ ਹਨ ਤਾਂ ਵਿਧਾਇਕ ਸਿੱਧੂ ਨੇ ਸਖਤੀ ਵਰਤਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਓਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਸ੍ਰੀ ਓਮ ਪ੍ਰਕਾਸ਼, ਨਾਇਬ ਤਹਿਸੀਲਦਾਰ ਭਗਤਾ ਚਰਨਜੀਤ ਕੌਰ, ਆਪ ਆਗੂ ਨਛੱਤਰ ਸਿੰਘ ਸਿੱਧੂ, ਰਾਮਪੁਰਾ ਫੂਲ ਤੋਂ ਕੋਆਰਡੀਨੇਟਰ ਆਪ ਬੂਟਾ ਸਿੰਘ ਜਲਾਲ ਆਦਿ ਤੋਂ ਇਲਾਵਾ ਕਿਸਾਨ ਹਾਜ਼ਰ ਸਨ।

ਖੇਤੀਬਾੜੀ ਮੰਤਰੀ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ

ਨਕਲੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਸ਼ਿਕਾਇਤ ਲਈ ਵੱਖਰਾ ਨੰਬਰ ਜਲਦ ਹੋਵੇਗਾ ਸ਼ੁਰੂ
ਨਰਮੇ ਦਾ ਏਰੀਆ ਵਧਾਉਣ ਦੀਆਂ ਹਦਾਇਤਾਂ, 33 ਫੀਸਦੀ ਸਬਸਿਡੀ ‘ਤੇ ਮਿਲੇਗਾ ਨਰਮੇ ਦਾ ਬੀਜ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਬੀਤੇ ਦਿਨੀਂ ਮੀਂਹ ਕਾਰਣ ਖਰਾਬ ਹੋਈਆਂ ਫਸਲਾਂ ਦੇ ਅਸਲ ਅੰਕੜੇ ਜਲਦ ਤੋਂ ਜਲਦ ਭੇਜਣ ਦੇ ਹੁਕਮ ਦਿੱਤੇ ਹਨ। ਪੰਜਾਬ ਭਵਨ ਵਿਖੇ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁੱਖ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਦੌਰਾਨ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਫਸਲਾਂ ਦੇ ਖਰਾਬੇ ਦਾ ਮੁਆਵਜ਼ਾਂ ਵਿਸਾਖੀ ਦੇ ਆਸ-ਪਾਸ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ, ਇਸ ਲਈ ਮੁੱਖ ਖੇਤੀਬਾੜੀ ਅਫਸਰ ਖਰਾਬੇ ਦੀ ਅਸਲ ਤਸਵੀਰ ਸੂਬਾ ਸਰਕਾਰ ਸਾਹਮਣੇ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਅਸਲ ਅੰਕੜੇ ਸਿਫਾਰਸ਼ ਰਹਿਤ ਅਤੇ ਕਿਸਾਨਾਂ ਨੂੰ ਖੱਜਲ-ਖੁਆਰ ਕੀਤੇ ਬਿਨਾਂ ਜਲਦ ਭੇਜਣੇ ਯਕੀਨੀ ਬਣਾਏ ਜਾਣ। ਇਸ ਮੌਕੇ ਧਾਲੀਵਾਲ ਨੇ ਨਕਲੀ ਖਾਦਾਂ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਬਾਰੇ ਗੰਭੀਰ ਨੋਟਿਸ ਲੈਂਦਿਆਂ ਐਲਾਨ ਕੀਤਾ ਕਿ ਜਲਦ ਹੀ ਕਿਸਾਨਾਂ ਦੀ ਸਹੂਲਤ ਲਈ ਇਕ ਵੱਖਰਾ ਸ਼ਿਕਾਇਤ ਨੰਬਰ ਜਾਰੀ ਕੀਤਾ ਜਾਵੇਗਾ, ਜਿੱਥੇ ਉਹ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ। ਅਜਿਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਕਿਸੇ ਵੀ ਕੀਮਤ ‘ਤੇ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੇ ਮਿਆਰੀ ਬੀਜ ਖਰੀਦਣ ਲਈ ਜਾਗਰੂਕ ਕੀਤਾ ਜਾਵੇ ਜੋ ਕਿ ਕੁਦਰਤੀ ਆਫਤਾਂ ਦੀ ਮਾਰ ਝੱਲ ਸਕਣ ਦੀ ਸਮਰੱਥਾ ਰੱਖਦੇ ਹੋਣ। ਧਾਲੀਵਾਲ ਨੇ ਆਗਾਮੀ ਕਣਕ ਦੇ ਖਰੀਦ ਸੀਜਨ ਲਈ ਵੀ ਅਧਿਕਾਰੀਆਂ ਨੂੰ ਖਾਸ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਜਾਵੇ ਕਿ ਤੂੜੀ ਦੀ ਵਰਤੋਂ ਚਾਰੇ ਲਈ ਹੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਲਈ ਜਾਗਰੂਕ ਕੈਂਪ ਲਗਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਨਰਮੇ ਦਾ ਏਰੀਆ ਵਧਾਉਣ ਲਈ ਪੰਜਾਬ ਸਰਕਾਰ ਗੰਭੀਰ ਯਤਨ ਕਰ ਰਹੀ ਹੈ ਅਤੇ ਨਰਮਾ ਪੱਟੀ ਦੇ ਕਿਸਾਨਾਂ ਨੂੰ 33 ਫੀਸਦੀ ਸਬਸਿਡੀ ‘ਤੇ ਬੀਜ ਦਿੱਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਬਸਿਡੀ ‘ਤੇ ਬੀਜ ਖਰੀਦਣ ਅਤੇ ਨਰਮਾ ਲਗਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਨਰਮਾ ਪੱਟੀ ਦੇ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਹਦਾਇਤ ਦਿੱਤੀ ਕਿ ਘੱਟ ਸਮਾਂ ਅਤੇ ਘੱਟ ਪਾਣੀ ਲੈਣ ਵਾਲੀ ਝੋਨੇ ਦੀ ਪੀਆਰ 126 ਕਿਸਮ ਦੇ ਬੀਜਾਂ ਨੂੰ ਲਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪੀਆਰ 126 ਕਿਸਮ ਅਧੀਨ ਇਸ ਸਾਲ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਫੀਲਡ ਅਧਿਕਾਰੀ ਹੁਣ ਤੋਂ ਹੀ ਕੋਸ਼ਿਸ਼ਾਂ ਤੇਜ਼ ਕਰ ਦੇਣ। ਉਨ੍ਹਾਂ ਕਿਹਾ ਕਿ ਜਿਹੜੇ ਇਲਾਕੇ ਝੋਨੇ ਦੀ ਸਿੱਧੀ ਬਿਜਾਈ ਲਈ ਜ਼ਿਆਦਾ ਅਨੁਕੂਲ ਹਨ, ਅਧਿਕਾਰੀ ਉਨ੍ਹਾਂ ਇਲਾਕਿਆਂ ਦੀ ਚੋਣ ਕਰਨ ਅਤੇ ਉੱਥੋਂ ਦੇ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਅਤੇ ਆਰਥਿਕਤਾ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੀ ਖੇਤੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਮਕਸਦ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਉਨ੍ਹਾਂ ਫੀਲਡ ਅਫਸਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਸਫਲ ਜਾਂ ਪ੍ਰੋਗਰੈਸਿਵ ਕਿਸਾਨ ਹੈ ਤਾਂ ਉਸ ਤੋਂ ਸੁਝਾਅ ਭਿਜਵਾਏ ਜਾਣ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਦਾ ਖਾਸ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਵੀ ਭ੍ਰਿਸ਼ਟ ਜਾਂ ਰਿਸ਼ਵਤਖੋਰ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਹਰੇਕ ਅਧਿਕਾਰੀ ਤੇ ਕਰਮਚਾਰੀ ਦੀ ਪਹਿਲ ਹੋਣੀ ਚਾਹੀਦੀ ਹੈ। ਇਸ ਮੌਕੇ ਖੇਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਗੁਰਵਿੰਦਰ ਸਿੰਘ, ਸਾਰੇ ਜ਼ਿਲਿਆਂ ਦੇ ਮੁੱਖ ਖੇਤੀਬਾੜੀ ਅਫਸਰ ਅਤੇ ਮੁੱਖ ਦਫਤਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਹਾੜ੍ਹੀ ਸੀਜ਼ਨ ਦੀਆਂ ਤਿਆਰੀਆਂ ਲਈ ਸੀ.ਸੀ.ਐਲ. ਮਨਜ਼ੂਰ ਹੁੰਦੇ ਹੀ ਮੁੱਖ ਮੰਤਰੀ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗ

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਤੇ ਮੌਕੇ ਤੇ ਹੀ ਭੁਗਤਾਨ ਹੋਵੇਗਾ: ਭਗਵੰਤ ਮਾਨ
ਆਰ.ਬੀ.ਆਈ. ਵੱਲੋਂ 29000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਮਿਲੀ ਮਨਜ਼ੂਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਮਗਰੋਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਆਗਾਮੀ ਹਾੜ੍ਹੀ ਖ਼ਰੀਦ ਸੀਜ਼ਨ ਲਈ ਕਣਕ ਦੀ ਖ਼ਰੀਦ ਵਾਸਤੇ ਪੰਜਾਬ ਲਈ 29 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਆਗਾਮੀ ਸੀਜ਼ਨ ਲਈ ਆਰ.ਬੀ.ਆਈ. ਵੱਲੋਂ ਸੀ.ਸੀ.ਐਲ. ਦੇ 25,445 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰਨ ਉਤੇ ਤਸੱਲੀ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਆਰ.ਬੀ.ਆਈ. ਨੇ ਇਸ ਸੀਜ਼ਨ ਲਈ ਸੂਬਾ ਸਰਕਾਰ ਵੱਲੋਂ ਕੀਤੀ ਮੰਗ ਵਿੱਚੋਂ ਸੀ.ਸੀ.ਐਲ. ਦਾ ਵੱਡਾ ਹਿੱਸਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤਰੀਕੇ ਨਾਲ ਖ਼ਰੀਦਣਾ ਯਕੀਨੀ ਬਣਾਇਆ ਜਾਵੇ ਅਤੇ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕਿਹਾ ਕਿ ਪਹਿਲੀ ਅਪਰੈਲ ਤੋਂ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਤੋਂ ਹੀ ਜਿਣਸ ਦੀ ਅਦਾਇਗੀ ਜ਼ਰੂਰ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਉਪਜ ਦਾ ਹਰੇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਨਾਜ ਦੀ ਸੁਚਾਰੂ ਤਰੀਕੇ ਨਾਲ ਖ਼ਰੀਦ ਲਈ ਪਾਬੰਦ ਹੈ। ਜ਼ਿਕਰਯੋਗ ਹੈ ਕਿ ਕਣਕ ਦੀ ਖ਼ਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ 31 ਮਈ ਤੱਕ ਚੱਲੇਗੀ।

ਪੰਜਾਬ ਸਰਕਾਰ ਬੇਰੁਜ਼ਗਾਰ ਵਿਅਕਤੀਆਂ ਦੀ ਕਰੇਗੀ ਹਰ ਸੰਭਵ ਸਹਾਇਤਾ: ਡਾ. ਬਲਜੀਤ ਕੌਰ

0

ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਹਰ ਕਿਸਾਨ ਨੂੰ ਮਿਲੇਗਾ ਬਣਦਾ ਮੁਆਵਜਾ
ਪੰਜਾਬੀ ਖ਼ਬਰਸਾਰ ਬਿਉਰੋ
ਮਲੋਟ, 29 ਮਾਰਚ: ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਬੇਰੁਜ਼ਗਾਰਾਂ ਨੂੰ ਆਪਣੇ ਪੈਰਾ ’ਤੇ ਖੜ੍ਹਾ ਕਰਨ ਲਈ ਹਰ ਸੰਭਵ ਸਹਾਇਤਾ ਕਰ ਰਹੀ ਹੈ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ ਔਰਤਾਂ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਾਲਮੀਕਿ ਭਵਨ, ਗੁਰੂ ਰਵੀਦਾਸ ਨਗਰ, ਮਲੋਟ ਵਿਖੇ ਰਿਕੋਗਨੀਸ਼ਨ ਆਫ਼ ਪ੍ਰਾਈਅਰ ਲਰਨਿੰਗ (ਆਰ.ਪੀ.ਐਲ) ਪੰਜਾਬੀ ਜੁੱਤੀ ਬਣਾਉਣ ਦੇ ਕੋਰਸ ਦਾ ਉਦਘਾਟਨ ਮੌਕੇ ਕੀਤਾ।ਇਸ ਮੌਕੇ ਐਸ.ਡੀ.ਐਮ. ਮਲੋਟ ਸ. ਕੰਵਰਜੀਤ ਸਿੰਘ ਨੇ ਆਏ ਹੋਏ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ, ਇਸ ਤਹਿਤ ਬੇਰੁਜ਼ਗਾਰਾਂ ਨੂੰ ਇਸ ਸਿਖਲਾਈ ਕੋਰਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਇਸ ਉਦਘਾਟਨੀ ਸਮਾਰੋਹ ਮੌਕੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਤੋਂ ਸਰਬਜੀਤ ਸਿੰਘ ਗੁਲਾਟੀ, ਬਲਾਕ ਪ੍ਰਧਾਨ ਕਰਮਜੀਤ ਸ਼ਰਮਾ, ਸਤਗੁਰਦੇਵ ਸਿੰਘ ਪੱਪੀ, ਹਾਜ਼ਰ ਸਨ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕੋਰਸ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਡੋਰਿਕ ਮਲਟੀਮੀਡੀਆ ਪ੍ਰਾਈਵੇਟ ਲਿਮਟਿਡ ਲੁਧਿਆਣਾ ਨੇ ਲਾਗੂ ਕੀਤਾ ਹੈ ਅਤੇ ਇਸ ਕੋਰਸ ਤਹਿਤ ਜੁੱਤੀਆਂ ਦੇ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਬੇਰੁਜ਼ਗਾਰਾਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਹ ਵਿਅਕਤੀ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਖੁਦ ਦਾ ਕਾਰੋਬਾਰ ਕਰ ਸਕਣ।ਕੈਬਨਿਟ ਮੰਤਰੀ ਨੇ ਕਿਹਾ ਇਸ ਕੋਰਸ ਤਹਿਤ ਜੋ ਵਿਅਕਤੀ ਜੁੱਤੀਆਂ ਬਨਾਉਣ ਦੀ ਸਿਖਲਾਈ ਪ੍ਰਾਪਤ ਕਰ ਲਵੇਗਾ, ਉਸਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਸਰਟੀਫਿਕੇਟ ਦਿੱਤਾ ਜਾਵੇਗਾ ਅਤੇ ਇਸ ਸਰਟੀਫਿਕੇਟ ਦੇ ਆਧਾਰ ਤੇ ਬੇਰੁਜ਼ਗਾਰ ਵਿਆਕਤੀ ਕਿਸੇ ਵੀ ਬੈਂਕ ਜਾਂ ਸੰਸਥਾ ਤੋਂ ਕਰਜਾ ਪ੍ਰਾਪਤ ਕਰਕੇ ਆਪਣੇ ਖੁਦ ਦਾ ਕਾਰੋਬਾਰ ਕਰ ਸਕਣਗੇ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਕੀਮਾਂ ਦੇ ਲਾਭ ਤੋਂ ਵਾਂਝੇ ਨਹੀਂ ਰਹਿਣਗੇ।ਇਸ ਉਪਰੰਤ ਡਾ. ਬਲਜੀਤ ਕੌਰ ਨੇ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰ ਪ੍ਰਭਾਵਿਤ ਪਿੰਡ ਦਾਨੇਵਾਲਾ, ਰੱਥੜੀਆਂ, ਕਿੰਗਰਾ ਅਤੇ ਮੱਲਵਾਲਾ, ਈਨਾ ਖੇੜਾ ਅਤੇ ਪਿੰਡ ਥੇਹੜੀ ਪਿੰਡਾਂ ਦਾ ਦੌਰਾ ਕੀਤਾ ਅਤੇ ਖਰਾਬੇ ਦਾ ਜਾਇਜਾ ਲਿਆ।ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਰਸਾਤ ਅਤੇ ਗੜ੍ਹੇਮਾਰ ਨਾਲ ਹੋਏ ਖਰਾਬੇ ਦੀ ਭਰਪਾਈ ਲਈ ਲੋੜਵੰਦਾਂ ਦੀ ਸਹਾਇਤਾ ਕਰ ਰਹੀ ਹੈ ਅਤੇ ਜਲਦੀ ਤੋਂ ਜਲਦੀ ਸਰਕਾਰ ਦੁਆਰਾ ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾਵੇਗਾ।ਇਸ ਮੌਕੇ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਬਿਨ੍ਹਾਂ ਕਿਸੇ ਦੇਰੀ ਤੋਂ ਬਰਸਾਤ ਅਤੇ ਗੜ੍ਹੇਮਾਰ ਨਾਲ ਖਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਕੋਲ ਪ੍ਰਸਤਾਵਿਤ ਵਾਟਰ ਸੈੱਸ ਦਾ ਮੁੱਦਾ ਉਠਾਇਆ

0

ਸੁਖਵਿੰਦਰ ਸੁੱਖੂ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਹਿਮਾਚਲ ਪ੍ਰਦੇਸ਼ ਵਿੱਚ ਹਾਈਡਰੋ ਪਾਵਰ ਪ੍ਰਾਜੈਕਟਾਂ ’ਤੇ ਹੀ ਲਾਗੂ ਹੋਵੇਗਾ
ਦੋਵੇਂ ਮੁੱਖ ਮੰਤਰੀ ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਜੀ ਅਤੇ ਪਠਾਨਕੋਟ-ਡਲਹੌਜ਼ੀ ਰੋਪਵੇਅ ਸਥਾਪਤ ਕਰਨ ਲਈ ਸਹਿਮਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪਲਾਂਟਾਂ ’ਤੇ ਪ੍ਰਸਤਾਵਿਤ ਵਾਟਰ ਸੈੱਸ ਲਾਉਣ ਦਾ ਮੁੱਦਾ ਬੁੱਧਵਾਰ ਨੂੰ ਪਹਾੜੀ ਰਾਜ ਦੇ ਆਪਣੇ ਹਮਰੁਤਬਾ ਸੁਖਵਿੰਦਰ ਸੁੱਖੂ ਕੋਲ ਉਠਾਇਆ।ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਸਵੇਰੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ-ਬਿਜਲੀ ਪਲਾਂਟਾਂ ’ਤੇ ਪ੍ਰਸਤਾਵਿਤ ਵਾਟਰ ਸੈੱਸ ਲਾਗੂ ਕਰਨ ਬਾਰੇ ਸੂਬੇ ਦੀ ਚਿੰਤਾ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਸੂਬੇ ਦੇ ਹਿੱਤਾਂ ਖ਼ਲਾਫ਼ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ ’ਤੇ ਲਗਾਇਆ ਜਾਵੇਗਾ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਲਾਗੂ ਨਹੀਂ ਹੋਵੇਗਾ।ਮਸਲੇ ਦੇ ਹੱਲ ਲਈ ਦੋਵਾਂ ਮੁੱਖ ਮੰਤਰੀਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਰਾਜਾਂ ਦੇ ਮੁੱਖ ਸਕੱਤਰ ਅਤੇ ਬਿਜਲੀ ਸਕੱਤਰ ਹਰ ਪੰਦਰਵਾੜੇ ਬਾਅਦ ਮੀਟਿੰਗ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜਾਂ ਵਿਚਕਾਰ ਕੋਈ ਝਗੜਾ ਨਾ ਹੋਵੇ। ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਰਾਜਾਂ ਨੂੰ ਦਰਪੇਸ਼ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਹੱਲ ਕਰਨਗੇ ਤਾਂ ਜੋ ਉਨ੍ਹਾਂ ਵਿਚਕਾਰ ਕਿਸੇ ਮਸਲੇ ਉਤੇ ਕੋਈ ਮਤਭੇਦ ਨਾ ਰਹੇ। ਦੋਵਾਂ ਮੁੱਖ ਮੰਤਰੀਆਂ ਨੇ ਦੋਵਾਂ ਰਾਜਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਸਹਿਮਤੀ ਪ੍ਰਗਟਾਈ।ਇਕ ਹੋਰ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਦੀ ਵਕਾਲਤ ਕੀਤੀ ਤਾਂ ਜੋ ਦੋਵਾਂ ਰਾਜਾਂ ਨੂੰ ਆਪਸੀ ਲਾਭ ਹੋ ਸਕੇ। ਉਨ੍ਹਾਂ ਕਿਹਾ ਕਿ ਰੋਪਵੇਅ ਨਾਲ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੱਖਾਂ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ। ਦੋਵੇਂ ਮੁੱਖ ਮੰਤਰੀਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਇਹ ਪ੍ਰਾਜੈਕਟ ਦੋਵਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਵੇਗਾ, ਜੋ ਇਕ ਦੂਜੇ ਤੋਂ ਕਾਫ਼ੀ ਦੂਰ ਸਥਿਤ ਹਨ ਅਤੇ ਪਹਾੜੀ ਖੇਤਰ ਉਨ੍ਹਾਂ ਦੀਆਂ ਸਮੱਸਿਆਵਾਂ ਵਿੱਚ ਵਾਧਾ ਕਰਦਾ ਹੈ।ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਪਠਾਨਕੋਟ-ਡਲਹੌਜ਼ੀ ਰੋਪਵੇਅ ਪ੍ਰਾਜੈਕਟ ਸਥਾਪਤ ਕਰਨ ’ਤੇ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਸਹੂਲਤ ਦੇ ਨਾਲ-ਨਾਲ ਇਹ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ। ਦੋਵਾਂ ਆਗੂਆਂ ਨੇ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ’ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਸੈਰ-ਸਪਾਟੇ ਦੀ ਸਹੂਲਤ ਲਈ ਸਾਂਝੇ ਤੌਰ ’ਤੇ ਕੰਮ ਕਰਨਾ ਦੋਵਾਂ ਰਾਜਾਂ ਦੇ ਹਿੱਤ ਵਿੱਚ ਹੈ।ਮੁੱਖ ਮੰਤਰੀ ਨੇ ਬਿਜਲੀ ਖੇਤਰ ਵਿੱਚ ਵੀ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਪੀਕ ਸੀਜ਼ਨ ਦੌਰਾਨ ਆਪਣੇ ਕੋਲ ਮੌਜੂਦ ਵਾਧੂ ਬਿਜਲੀ ਪੰਜਾਬ ਨੂੰ ਵੇਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦਾ ਮਸਲਾ ਹੱਲ ਕਰਨ ਵਿੱਚ ਵੱਡੀ ਮਦਦ ਮਿਲੇਗੀ।

ਸੂਬਾ ਸਰਕਾਰ ਨੇ ਹੁਣ ਤੱਕ 27,042 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ

0

ਪੰਜਾਬ ਨੂੰ ਤਬਾਹ ਕਰਨ ਦੀ ਇੱਛਾ ਰੱਖਣ ਵਾਲਿਆਂ ਤੋਂ ਦੂਰ ਰਹਿਣ ਨੌਜਵਾਨ
ਸਿੱਖਿਆ ਵਿਭਾਗ ਵਿੱਚ ਨਵ-ਨਿਯੁਕਤ 245 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਮਾਰਚ: ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ 219 ਕਲਰਕਾਂ ਅਤੇ 26 ਨੌਜਵਾਨਾਂ ਨੂੰ ਤਰਸ ਦੇ ਆਧਾਰ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 27,042 ਹੋ ਗਈ। ਇੱਥੇ ਮਿਊਂਸਿਪਲ ਭਵਨ ਵਿੱਚ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ “ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ। ਇਸ ਲਈ ਅਸੀਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਕੋਸ਼ਿਸ਼ ਕਰ ਰਹੇ ਹਾਂ ਤਾਂ ਕਿ ਉਹ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ।”ਮੁੱਖ ਮੰਤਰੀ ਨੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਸੂਬਾ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ਉਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਇਕ ਸਾਲ ਦੇ ਅੰਦਰ-ਅੰਦਰ ਹੁਣ ਤੱਕ 27,042 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਕਿਉਂਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਉਤੇ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਸਮਾਰੋਹਾਂ ਦਾ ਗਵਾਹ ਬਣ ਚੁੱਕਿਆ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਇਹ ਵਚਨਬੱਧਤਾ ਝਲਕਦੀ ਹੈ ਕਿ ਉਹ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਯਤਨਸ਼ੀਲ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਆਸਾਮੀਆਂ ਲਈ ਸਾਰੇ ਨੌਜਵਾਨਾਂ ਦੀ ਚੋਣ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜ ਅੰਗ ਬਣ ਗਏ ਹਨ ਅਤੇ ਹੁਣ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਦਬੇ-ਕੁਚਲੇ ਵਰਗਾਂ ਤੇ ਲੋੜਵੰਦਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰ ਨੂੰ ਪ੍ਰੇਰਿਆ ਕਿ ਉਹ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਤਾਂ ਕਿ ਸਮਾਜ ਦੇ ਹਰੇਕ ਵਰਗ ਨੂੰ ਇਸ ਦਾ ਫਾਇਦਾ ਮਿਲੇ।ਮੁੱਖ ਮੰਤਰੀ ਨੇ ਸਿੱਖਿਆ ਸਰਵਿਸ ਪ੍ਰੋਵਾਈਡਰਾਂ ਦੀਆਂ ਚਿੰਤਾਵਾਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਠੇਕੇ ਉਤੇ ਭਰਤੀ ਦੀ ਪ੍ਰਣਾਲੀ ਨੂੰ ਖ਼ਤਮ ਕਰ ਕੇ ਜਲਦੀ ਉਨ੍ਹਾਂ ਦੀ ਤਨਖ਼ਾਹ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ, ਜਿਸ ਕਾਰਨ ਉਹ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਕੌਮੀ ਨਾਇਕ ਵੱਲੋਂ ਜੀਵਨ ਵਿੱਚ ਦੁਸ਼ਵਾਰੀਆਂ ਝੱਲ ਕੇ ਮਾਰੇ ਮਾਅਰਕੇ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈ ਕੇ ਹਰੇਕ ਖ਼ੇਤਰ ਵਿੱਚ ਮੱਲਾਂ ਮਾਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਦਿੱਕਤਾਂ ਦੇ ਬਾਵਜੂਦ ਸੰਵਿਧਾਨ ਨਿਰਮਾਤਾ ਨੇ ਸਿੱਖਿਆ ਹਾਸਲ ਕੀਤੀ ਅਤੇ ਜੀਵਨ ਵਿੱਚ ਬੁਲੰਦੀਆਂ ਨੂੰ ਛੋਹਿਆ। ਭਗਵੰਤ ਮਾਨ ਨੇ ਕਿਹਾ ਕਿ ਹਰੇਕ ਨੌਜਵਾਨ ਆਪਣੇੇ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਇਸ ਮਹਾਨ ਆਗੂ ਦੇ ਜੀਵਨ ਤੇ ਫਲਸਫ਼ੇ ਤੋਂ ਪ੍ਰੇਰਨਾ ਜ਼ਰੂਰ ਲਵੇ।ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹਵਾਈ ਪੱਟੀ ਹਵਾਈ ਜਹਾਜ਼ ਦੀ ਆਰਾਮਾਇਕ ਉਡਾਣ ਲਈ ਸਹਾਇਕ ਹੁੰਦੀ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦਗਾਰ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਭਾਵੁਕ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਖ਼ੁਦ ਆਪਣੀ ਪਛਾਣ ਅਤੇ ਸਥਾਨ ਬਣਾਉਣ ਲਈ ਜਦੋ-ਜਹਿਦ ਕਰਨ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਹਿ ਕਰ ਸਕਦਾ ਹੈ ਅਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਆਸਮਾਨ ਹੀ ਹੁੰਦਾ ਹੈ। ਇਸ ਦੇ ਉਲਟ ਪੈਰਾਸ਼ੂਟਰ ਆਸਮਾਨ ਤੋਂ ਆਉਂਦੇ ਹਨ ਅਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਵੱਧ ਤੋਂ ਵੱਧ ਫੀਲਡ ਦੌਰੇ ਖਾਸ ਕਰਕੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਕਰਵਾਉਣ ਵਿੱਚ ਸਹਾਇਤਾ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਕੁਝ ਲੋਕ ਆਪਣੇ ਸਵਾਰਥਾਂ ਦੀ ਪੂਰਤੀ ਲਈ ਸੂਬੇ ਨੂੰ ਧਾਰਮਿਕ ਲੀਹਾਂ ’ਤੇ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਪੂ ਬਣੇ ਧਰਮ ਦੇ ਆਗੂਆਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸਿਰਫ਼ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਪ੍ਰਚਾਰਕਾਂ ਦੇ ਵਿਚਾਰਾਂ ਤੋਂ ਪਰੇਸ਼ਾਨ ਨਹੀਂ ਹੋਣਾ ਚਾਹੀਦਾ, ਜਿਨ੍ਹਾਂ ਦਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਜਜ਼ਬਾਤੀ ਤੌਰ ‘ਤੇ ਕੋਈ ਨਾਤਾ ਨਹੀਂ ਹੈ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ’ਤੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਕਰਕੇ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ।

ਵਿਕਾਸ ਕੰਮਾਂ ਦੇ ਲਈ ਲਗਭਗ 4100 ਕਰੋੜ ਰੁਪਏ ਨਿਗਮਾਂ ਨੂੰ ਕੀਤੇ ਜਾਣਗੇ ਅਲਾਟ – ਮਨੋਹਰ ਲਾਲ

0

ਮੁੱਖ ਮੰਤਰੀ ਨੇ ਨਗਰ ਨਿਗਮਾਂ ਦੇ ਮੇਅਰ ਅਤੇ ਜਿਲ੍ਹਾ ਨਗਰ ਕਮਿਸ਼ਨਰਾਂ ਦੇ ਨਾਲ ਕੀਤੀ ਅਹਿਮ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਮਾਰਚ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਸਥਾਨਕ ਸਰਕਾਰਾਂ ਮਤਲਬ ਨਗਰ ਨਿਗਮਾਂ ਨੂੰ ਪੂਰੀ ਸਵਾਇਤਤਾ ਦੇਣ ਲਈ ਪ੍ਰਤੀਬੱਧ ਹੈ, ਤਾਂ ਜੋ ਸਥਾਨਕ ਪੱਧਰ ’ਤੇ ਹੋਣ ਵਾਲੇ ਕਾਰਜ ਸਮੇਂਬੱਧ ਢੰਗ ਨਾਲ ਅਤੇ ਤੁਰੰਤ ਹੋ ਸਕਣ। ਵਿਕਾਸ ਕੰਮਾਂ ਲਈ ਨਿਗਮਾਂ ਨੂੰ ਪੈਸਾ ਦਿੱਤਾ ਜਾਵੇਗਾ। ਸਾਲ 2022-23 ਦੇ ਰਾਜ ਦੇ ਆਪਣੇ ਟੈਕਸ ਮਾਲ (ਐਸਓਟੀਆਰ) ਲਗਭਗ 65 ਹਜਾਰ ਕਰੋੜ ਰੁਪਏ ਵਿੱਚੋਂ ਲਗਭਗ 3600 ਕਰੋੜ ਰੁਪਏ ਨਗਰ ਨਿਗਮਾਂ ਨੁੰ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਪਿਛਲੇ ਬਕਾਇਆ 500 ਕਰੋੜ ਰੁਪਏ ਵੱਧ ਦਿੱਤੇ ਜਾਣਗੇ। ਇਸ ਤਰ੍ਹਾ 4100 ਕਰੋੜ ਰੁਪਏ ਨਗਰ ਨਿਗਮਾਂ ਨੂੰ ਮਿਲਣਗੇ ਜਿਸ ਤੋਂ ਉਹ ਆਪਣੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਪਾਉਣਗੇ। ਇਸ ਤੋਂ ਇਲਾਵਾ, ਸਾਰੇ ਨਿਗਮਾਂ ਵਿਚ ਕੁੱਲ ਮਿਲਾ ਕੇ 5 ਹਜਾਰ ਕਰੋੜ ਰੁਪਏ ਦੀ ਰਕਮ ਪਹਿਲਾਂ ਤੋਂ ਹੀ ਉਪਲਬਧ ਹੈ। ਮੁੱਖ ਮੰਤਰੀ ਅੱਜ ਇੱਥੇ ਨਗਰ ਨਿਗਮਾਂ ਦੇ ਮੇਅਰ ਅਤੇ ਜਿਲ੍ਹਾ ਨਗਰ ਕਮਿਸ਼ਨਰਾਂ ਦੇ ਨਾਲ ਸ਼ਹਿਰੀ ਸਥਾਨਕ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ. ਕਮਲ ਗੁਪਤਾ ਵੀ ਮੀਟਿੰਗ ਵਿਚ ਮੌਜੂਦ ਰਹੇ। ਮੀਟਿੰਗ ਦੌਰਾਨ ਕੰਮ ਵਿਚ ਲਾਪ੍ਰਵਾਹੀ ਵਰਤਣ ਦੀ ਸ਼ਿਕਾਇਤ ’ਤੇ ਐਕਸ਼ਨ ਲੈਂਦੇ ਹੋਏ ਮੁੱਖ ਮੰਤਰੀ ਨੇ ਨਰਵਾਨੇ ਦੇ ਐਕਸਈਏਨ ਐਲਸੀ ਚੌਹਾਨ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦੇ ਆਦੇਸ਼ ਦਿੱਤੇ।ਮੁੱਖ ਮੰਤਰੀ ਨੇ ਮੀਟਿੰਗ ਵਿਚ ਐਲਾਨ ਕਰਦੇ ਹੋਏ ਕਿਹਾ ਕਿ ਨਗਰ ਨਿਗਮ, ਨਗਰ ਪਰਿਸ਼ਦ ਤੇ ਨਗਰ ਪਾਲਿਕਾਵਾਂ ਦੇ ਦਫਤਰ ਭਵਨ ਬਨਾਉਣ ਦਾ ਖਰਚਾ ਸੂਬਾ ਸਰਕਾਰ ਭੁਗਤਾਨ ਕਰਣਗੇ। ਭਵਨ ਲਈ ਜੇਕਰ ਕਿਤੇ ਜਮੀਨ ਖਰੀਦਣ ਦੀ ਜਾਂ ਕਿਸੇ ਵਿਭਾਗ ਤੋਂ ਟਰਾਸਫਰ ਕਰਨ ਦੀ ਵੀ ਜਰੂਰਤ ਹੈ ਤਾਂ ਉਸ ਦਾ ਖਰਚ ਵੀ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਨਿਗਮ ਆਪਣੀ ਜਮੀਨ ’ਤੇ ਕੋਈ ਭਵਨ ਬਣਾ ਕੇ ਵਪਾਰਕ ਗਤੀਵਿਧੀਆਂ ਕਰਨਾ ਚਾਹੁੰਦੀ ਹੈ ਤਾਂ ਕਰ ਸਕਦੀ ਹੈ। ਇਸ ਤੋਂ ਨਿਗਮਾਂ ਨੂੰ ਵੱਧ ਆਮਦਨ ਹੋਵੇਗੀ ਅਤੇ ਇਹ ਪੈਸਾ ਜਨਤਾ ਦੇ ਹਿੱਤ ਵਿਚ ਕੰਮ ਜਾਵੇਗਾ। ਇਸ ਦੇ ਲਈ ਇਸ ਤਰ੍ਹਾ ਦੇ ਪ੍ਰੋਜੈਕਟ ਕਰਜਾ ਲੈ ਕੇ ਜਾਂ ਪੀਪੀਪੀ ਮੋਡ ’ਤੇ ਸੰਚਾਲਿਤ ਕਰਨ।

ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਨਵੀਂਆਂ ਖਰੀਦੀਆਂ ਗੱਡੀਆਂ ਨੂੰ ਹਰੀ ਝੰਡੀ ਦਿਖਾਈ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਮਾਰਚ : ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਆਬਕਾਰੀ ਅਤੇ ਕਰਾਧਾਨ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਅਤੇ ਆਧੁਨਿਕ ਕੀਤਾ ਜਾ ਰਿਹਾ ਹੈ। ਵਿਭਾਗ ਵਿਚ ਪਾਰਦਰਸ਼ਿਤਾ ਦੇ ਲਈ ਜਿੱਥੇ ਜੀਐਸਟੀ ਇਕੱਠਾ ਆਦਿ ਦੇ ਕੰਮਾਂ ਵਿਚ ਡਿਜੀਟਲਾਈਜੇਸ਼ਨ ਨੂੰ ਆਪਣਾ ਟੈਕਸ ਮਾਲ ਵਿਚ ਵਾਧਾ ਕੀਤੀ ਜਾ ਰਹੀ ਹੈ ਉੱਥੇ ਚੈਕਿੰਗ ਦੇ ਕੰਮਾਂ ਵਿਚ ਤੇਜੀ ਲਿਆਉਣ ਲਈ ਨਵੇਂ ਵਾਹਨ ਖਰੀਦੇ ਜਾ ਰਹੇ ਹਨ। ਡਿਪਟੀ ਸੀਐਮ ਅੱਜ ਪੀਡਬਲਿਯੂਡੀ ਰੇਸਟ ਹਾਊਸ ਪੰਚਕੂਲਾ ਵਿਚ ਆਬਕਾਰੀ ਅਤੇ ਕਰਾਧਾਨ ਵਿਭਾਗ ਦੇ ਲਈ ਨਵੀਂ ਖਰੀਦੀ ਗਈ ਅਰਟਿਗਾ ਗੱਡੀਆਂ ਨੂੰ ਹਰੀ ਝੰਡੀ ਦਿਖਾਉਣ ਦੇ ਬਾਅਦ ਮੀਡੀਆ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਨੇ ਇਸ ਮੌਕੇ ’ਤੇ 31 ਨਵੀਂ ਗੱਡੀਆਂ ਨੂੰ ਰਵਾਨਾ ਕੀਤਾ, ਜਦੋਂ ਕਿ ਬਾਕੀ 35 ਗੱਡੀਆਂ ਨੂੰ ਵੀ ਜਲਦੀ ਹੀ ਅਧਿਕਾਰੀਆਂ ਨੂੰ ਸੌਂਪ ਦਿੱਤਾ ਜਾਵੇਗਾ।ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਦੇਸ਼ ਵਿਚ ਜੀਐਸਟੀ ਲਾਗੂ ਹੋਣ ਦੇ ਬਾਅਦ ਆਬਕਾਰੀ ਅਧਿਕਾਰੀਆਂ ਦੀ ਜਿਮੇਵਾਰੀ ਵਧੀ ਹੈ ਜਿਸ ਦੇ ਕਾਰਨ ਉਨ੍ਹਾਂ ਦਾ ਮੋਬਿਲਿਟੀ ਅਤੇ ਇਨਫੋਰਸਮੇਂਟ ਦਾ ਕੰਮ ਵਧਿਆ ਹੈ। ਹੁਣ ਨਵੀਂ ਗੱਡੀਆਂ ਮਿਲਣ ਨਾਲ ਉਨ੍ਹਾਂ ਨੂੰ ਚੈਕਿੰਗ ਆਦਿ ਦੇ ਕੰਮਾਂ ਵਿਚ ਆਸਾਨੀ ਹੋਵੇਗੀ ਅਤੇ ਵਿਭਾਗ ਦਾ ਕੰਮ ਸਰਲ ਹੋਵੇਗਾ।ਇਸ ਮੌਕੇ ’ਤੇ ਜੀਐਸਟੀ ਦੇ ਵਧੀਕ ਆਬਕਾਰੀ ਅਤੇ ਕਰਾਧਾਨ ਕਮਿਸ਼ਨਰ ਸਿਦਾਰਥ ਜੈਨ, ਵਧੀਕ ਕਮਿਸ਼ਨਰ ਵਿਦਿਆਸਾਗਰ, ਸ੍ਰੀਮਤੀ ਮਧੁਬਾਲਾ, ਸ੍ਰੀਮਤੀ ਕੁਮੁਦ ਸਿੰਘ ਸਮੇਤ ਵਿਭਾਗ ਦੇ ਸੰਯੁਕਤ ਕਮਿਸ਼ਨਰ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਮਾਨ ਸਰਕਾਰ ਦੇ ਟਾਲ ਮਟੋਲ ਵਾਲੇ ਰਵੱਈਏ ਤੋਂ ਖ਼ਫ਼ਾ ਪੰਜਾਬ ਦੇ ਮੁਲਾਜ਼ਮ-ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ

0

ਮੁਲਾਜ਼ਮ ਕਰਨਗੇ ਜਲੰਧਰ ਜ਼ਿਮਨੀ ਚੋਣਾਂ ਵਿੱਚ ਸਰਕਾਰ ਖ਼ਿਲਾਫ਼ ਪੋਲ ਖੋਲ੍ਹ ਰੈਲੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 29 ਮਾਰਚ : ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਆਗੂਆਂ ਨੇ ਅੱਜ ਇੱਥੇ ਜਾਰੀ ਬਿਆਨ ਵਿਚ ਦੱਸਿਆ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖਫ਼ਾ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਨਾਲ ਵੋਟਾਂ ਤੋਂ ਪਹਿਲਾਂ ਅਨੇਕਾਂ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ। ਜਿਵੇਂ ਕਿ 17.07.2020 ਦਾ ਕੇਂਦਰੀ ਪੇਅ ਸਕੇਲਾਂ ਦਾ ਨੋਟੀਫਿਕੇਸ਼ਨ ਰੱਦ ਕਰਕੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਨਾ, ਦੂਰ ਦੁਰਾਡੇ ਕੰਮ ਕਰਦੇ ਮੁਲਾਜ਼ਮਾਂ ਖ਼ਾਸਕਰ ਅਧਿਆਪਕਾਂ ਨੂੰ ਪਹਿਲ ਦੇ ਆਧਾਰ ਤੇ ਬਦਲੀਆਂ ਦਾ ਮੌਕਾ ਦੇ ਕੇ ਪਿੱਤਰੀ ਜ਼ਿਲਿਆਂ ਵਿੱਚ ਲਿਆਉਣਾ, ਪਰਖਕਾਲ ਦਾ ਸਮਾਂ ਘੱਟ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ। ਪਰ ਇਕ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਇਹਨਾਂ ਵਾਅਦਿਆਂ ਵਿੱਚੋਂ ਇਕ ਵੀ ਵਾਅਦਾ ਵਫ਼ਾ ਨਹੀਂ ਹੋ ਸਕਿਆ। ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਪੰਜਾਬ ਦੇ ਵਿੱਤ ਮੰਤਰੀ ਬਜਟ ਸੈਸ਼ਨ ਦੌਰਾਨ 17.07.2020 ਦੇ ਨੋਟੀਫਿਕੇਸ਼ਨ ਰੱਦ ਕਰਨ ਬਾਰੇ ਸਰਕਾਰ ਦੀ ਕੋਈ ਤਜਵੀਜ਼ ਨਾਂ ਹੋਣ ਬਾਰੇ ਦਿੱਤਾ ਗਿਆ ਬਿਆਨ ਬਹੁਤ ਹੀ ਮੰਦਭਾਗਾ ਹੈ। ਆਗੂਆਂ ਨੇ ਦੱਸਿਆ ਜਦੋਂ ਆਮ ਆਦਮੀ ਪਾਰਟੀ ਦੇ ਇਹ ਹੀ ਨੇਤਾ ਸ੍ਰ ਹਰਪਾਲ ਚੀਮਾ ਤੇ ਅਮਨ ਅਰੋੜਾ ਵਿਰੋਧੀ ਧਿਰ ਚ ਸਨ ਤਾਂ ਇਹ ਕੇਂਦਰੀ ਪੇਅ ਸਕੇਲਾਂ ਦੇ ਵਿਰੋਧ ਵਿੱਚ ਸਨ। ਪਰ, ਸੱਤਾ ਵਿੱਚ ਆਉਂਦਿਆਂ ਹੀ ਇਹਨਾਂ ਦੇ ਤੇਵਰ ਬਦਲ ਗਏ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੁਆਰਾ ਕਰੋਨਾ ਕਾਲ ਦਾ ਫਾਇਦਾ ਲੈਂਦਿਆਂ ਬਿਨਾਂ ਕਿਸੇ ਚਰਚਾ ਦੇ ਪੰਜਾਬ ਦੇ ਮੁਲਾਜ਼ਮਾਂ ਤੇ ਥੋਪੇ ਕੇਂਦਰੀ ਪੇਅ ਸਕੇਲਾਂ ਨੂੰ ਹੀ ਇਹ ਆਪ ਪਾਰਟੀ ਦੇ ਨੇਤਾ ਹੁਣ ਚੰਗਾ ਦੱਸਣ ਲੱਗੇ ਹਨ। ਇਹਨਾਂ ਬਣਾਈਆਂ ਨੀਤੀਆਂ ਦਾ ਖਮਿਆਜ਼ਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਤੇ ਸਮੁੱਚੀ ਕਾਂਗਰਸ ਪਾਰਟੀ ਭੁਗਤ ਚੁੱਕੀ ਹੈ ਤੇ ਹੁਣ ਆਮ ਆਦਮੀ ਪਾਰਟੀ ਵੀ ਇਸ ਰਾਹ ਹੀ ਤੁਰ ਪਈ ਹੈ। ਇਸ ਤਰ੍ਹਾਂ ਨਾ ਹੀ ਪਰਖਕਾਲ ਸਮਾਂ ਘੱਟ ਕਰਨ ਤੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੋਈ ਫੈਸਲਾ ਲਿਆ ਹੈ। ਇਸ ਤਰ੍ਹਾਂ ਹੀ ਪੰਜਾਬ ਦੇ ਅਧਿਆਪਕਾਂ ਨਾਲ ਜੋ ਵਾਅਦਾ ਕੀਤਾ ਗਿਆ ਸੀ। ਜਿਵੇਂ 3704 ਮਾਸਟਰ ਕੇਡਰ ਭਰਤੀ, 2392 ਮਾਸਟਰ ਕੇਡਰ ਭਰਤੀ, 6635 ਈ.ਟੀ.ਟੀ ਅਧਿਆਪਕ ਆਪਣੇ ਘਰਾਂ ਤੋਂ ਦੂਰ ਦੁਰਾਡੇ 250-300 ਕਿਲੋਮੀਟਰ ਦੂਰ ਬੇਸਿਕ ਤਨਖ਼ਾਹਾਂ ਤੇ ਕੰਮ ਕਰ ਰਹੇ ਹਨ। ਉਹਨਾਂ ਨੂੰ ਪਹਿਲ ਦੇ ਆਧਾਰ ਤੇ ਬਦਲੀਆਂ ਦਾ ਮੌਕਾ ਦੇ ਕੇ ਆਪਣੇ ਪਿੱਤਰੀ ਜ਼ਿਲਿਆਂ ਵਿੱਚ ਲਿਆਂਦਾ ਜਾਵੇਗਾ। ਪਿਛਲੇ ਦਿਨੀਂ ਹੋਏ ਸੜਕ ਹਾਦਸਿਆਂ ਵਿੱਚ ਕਿੰਨੇ ਅਧਿਆਪਕ ਆਪਣੀ ਜਾਨ ਗੁਆ ਬੈਠੇ ਹਨ। ਪਰ ਸਰਕਾਰ ਨੇ ਇਕ ਟਵੀਟ ਕਰਨ ਤੋਂ ਇਲਾਵਾ ਕੁੱਝ ਨਹੀਂ ਕੀਤਾ ਤੇ ਨਾ ਹੀ ਇਸ ਸੜਕ ਹਾਦਸੇ ਤੋਂ ਕੋਈ ਸਬਕ ਲਿਆ। ਸਗੋਂ ਇਹਨਾਂ ਦੂਰ ਦੁਰਾਡੇ ਬੈਠੇ ਅਧਿਆਪਕਾਂ ਨੂੰ ਬਦਲੀਆਂ ਵਾਸਤੇ ਖੋਲੇ ਗਏ ਪੋਰਟਲ ਵਿੱਚ ਅਪਲਾਈ ਕਰਨ ਦਾ ਮੌਕਾ ਹੀ ਨਹੀਂ ਦਿੱਤਾ ਗਿਆ। ਉਹਨਾਂ ਮੰਗ ਕੀਤੀ ਕਿ ਬਦਲੀਆਂ ਵਾਸਤੇ ਖੋਲੇ ਪੋਰਟਲ ਵਿੱਚ 3704 ਅਤੇ 2392 ਮਾਸਟਰ ਕੇਡਰ ਅਧਿਆਪਕਾਂ ਤੇ 6635 ਈ.ਟੀ.ਟੀ ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਦਿੱਤਾ ਜਾਵੇ। ਜਿੰਨਾਂ ਅਧਿਆਪਕਾਂ ਦੀ ਪਿਛਲੇ ਦਿਨੀਂ ਸੜਕ ਹਾਦਸੇ ਵਿੱਚ ਮੌਤ ਹੋਈ ਹੈ।ਉਹਨਾਂ ਦੇ ਇਕ ਇਕ ਪਰਿਵਾਰਕ ਮੈਂਬਰ ਨੂੰ ਤਰਸ ਦੇ ਆਧਾਰ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਜ਼ਖ਼ਮੀ ਹੋਏ ਅਧਿਆਪਕਾਂ ਦਾ ਇਲਾਜ਼ ਸਰਕਾਰ ਦੁਆਰਾ ਕਰਵਾਇਆ ਜਾਵੇ ਤੇ ਉਹਨਾਂ ਦੇ ਮੁਕੰਮਲ ਠੀਕ ਹੋਣ ਤੱਕ ਉਹਨਾਂ ਨੂੰ ਡਿਊਟੀ ਤੋਂ ਛੋਟ ਦਿੱਤੀ ਜਾਵੇ। ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਤੇ ਵਿੱਤ ਮੰਤਰੀ ਪੰਜਾਬ ਨਾਲ ਕ੍ਰਮਵਾਰ 5 ਅਤੇ 6 ਅਪ੍ਰੈਲ ਨੂੰ ਮੀਟਿੰਗ ਹੈ। ਜੇਕਰ ਸਰਕਾਰ ਵੱਲੋਂ ਮੀਟਿੰਗ ਵਿੱਚ ਕੋਈ ਸਾਰਥਕ ਹੱਲ ਨਾਂ ਕੱਢਿਆ ਤਾਂ ਅਪ੍ਰੈਲ ਮਹੀਨੇ ਵਿੱਚ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਪੈਂਦੇ ਵਿਧਾਨਸਭਾ ਹਲਕਿਆਂ ਜਿਵੇਂ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ ਆਦਮਪੁਰ ਤੇ ਸਾਰੇ ਜਲੰਧਰ ਸ਼ਹਿਰੀ ਹਲਕਿਆਂ ਵਿੱਚ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੇ ਕੀਤੀ ਗਈ ਵਾਅਦਾ ਖਿਲਾਫੀ ਦੀ ਪੋਲ ਰੈਲੀਆਂ ਕਰਕੇ ਖੋਲੀ ਜਾਵੇਗੀ। ਇਹ ਗੱਲ ਜਲੰਧਰ ਦੇ ਲੋਕਾਂ ਦੀ ਕਚਹਿਰੀ ਵਿੱਚ ਲਿਆਂਦੀ ਜਾਵੇਗੀ ਕਿ ਕਿਵੇਂ ਸਰਕਾਰ ਨੇ ਸਿਰਫ ਐਲਾਨ ਕਰਕੇ ਸਿਆਸੀ ਲਾਹੇ ਹੀ ਖੱਟੇ ਹਨ। ਇਸ ਸਮੇਂ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸਮੂਹ ਕਨਵੀਨਰ ਹਰਜਿੰਦਰ ਸਿੰਘ, ਯੁੱਧਜੀਤ ਸਿੰਘ, ਸ਼ਲਿੰਦਰ ਕੰਬੋਜ, ਨਵਜੀਵਨ ਸਿੰਘ, ਸੁਰਿੰਦਰ ਸਿੰਘ, ਸਸ਼ਪਾਲ ਸਿੰਘ, ਬਲਵੰਤ ਸਿੰਘ ਸੋਹੀ, ਰਣਜੀਤ ਕੌਰ, ਜੈਦੇਵ, ਅਰਵਿੰਦਰ ਸਿੰਘ ਆਦਿ ਆਗੂ ਮੌਜੂਦ ਸਨ

ਜਾਨਲੇਵਾ ਹਾਦਸੇ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਅਧਿਆਪਕਾਂ ਨੇ ਲਗਾਏ ਕਾਲੇ ਬਿੱਲੇ

0

ਤਿੰਨ ਅਧਿਆਪਕਾਂ ਸਮੇਤ ਚਾਰ ਦੀ ਮੌਤ ’ਤੇ ਵੀ ਪੰਜਾਬ ਸਰਕਾਰ ਦੀ ਗਹਿਰੀ ਨੀਂਦ ਨਾ ਟੁੱਟਣਾ ਨਿਖੇਧੀਯੋਗ: ਡੀ.ਟੀ.ਐੱਫ.
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ ,29 ਮਾਰਚ: ਫਾਜ਼ਿਲਕਾ ਜਿਲ੍ਹੇ ਤੋਂ ਤਰਨ ਤਾਰਨ ਵਿਖੇ ਡਿਊਟੀ ’ਤੇ ਕਰੂਜ਼ਰ ਗੱਡੀ ਰਾਹੀਂ ਜਾ ਰਹੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬੀਤੀ 24 ਮਾਰਚ ਨੂੰ ਦਰਪੇਸ਼ ਭਿਆਨਕ ਹਾਦਸੇ ਦੌਰਾਨ ਤਿੰਨ ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋਣ ਅਤੇ ਬਾਕੀਆਂ ਦੇ ਗੰਭੀਰ ਜਖ਼ਮੀ ਹੋਣ ਦੀ ਮੰਦਭਾਗੀ ਘਟਨਾ ਦੇ ਕਈ ਦਿਨ ਬੀਤਣ ਦੇ ਬਾਵਜੂਦ, ਪੰਜਾਬ ਸਰਕਾਰ ਵੱਲੋਂ ਅਣਮਨੁੱਖੀ ਰਵੱਈਆ ਦਿਖਾਉਂਦੇ ਹੋਏ ਕਿਸੇ ਤਰ੍ਹਾਂ ਦੇ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਵੱਲੋਂ ਦਿੱਤੇ ਸੱਦੇ ਤਹਿਤ ਬਠਿੰਡਾ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਇਸ ਮਾਮਲੇ ਵਿਚ ਅਣਦੇਖੀ ਕਰਨ ਵਾਲ਼ੇ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਖ਼ਿਲਾਫ ਰੋਸ ਜ਼ਾਹਿਰ ਕਰਦਿਆਂ, ਅਧਿਆਪਕਾਂ ਦੇ ਬਤੌਰ “ਕੌਮ ਨਿਰਮਾਤਾ” ਸਮਾਜ ਲਈ ਅਹਿਮ ਯੋਗਦਾਨ ਹੋਣ ਦੇ ਮੱਦੇਨਜ਼ਰ, ਫ਼ੋਤ ਹੋਣ ਵਾਲੇ ਅਧਿਆਪਕਾਂ ਤੇ ਡਰਾਈਵਰ ਲਈ ਇੱਕ-ਇੱਕ ਕਰੋੜ, ਗੰਭੀਰ ਜਖ਼ਮੀਆਂ ਲਈ 50 ਲੱਖ, ਬਾਕੀਆਂ ਲਈ 10-10 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਅਤੇ ਹਸਪਤਾਲ ਵਿਚ ਦਾਖ਼ਿਲ ਅਧਿਆਪਕਾਂ ਨੂੰ ਆਨ ਡਿਊਟੀ ਟ?ਰੀਟ ਕਰਨ ਦੀ ਮੰਗ ਕੀਤੀ ਹੈ।ਡੀ.ਟੀ.ਐੱਫ. ਦੇ ਜ਼ਿਲਾ ਪ੍ਰਧਾਨ ਜਗਪਾਲ ਬੰਗੀ ਜਨਰਲ ਸਕੱਤਰ ਰਾਜੇਸ਼ ਮੋਂਗਾ ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਸੂਬਾ ਕਮੇਟੀ ਮੇਂਬਰ ਬੂਟਾ ਸਿੰਘ ਰੋਮਾਣਾ ਬਲਾਕ ਪ੍ਰਧਾਨ ਗੁਰਮੇਲ ਸਿੰਘ ਮਲਕਾਣਾ,ਗੁਰਪਾਲ ਸਿੰਘ, ਅਮਰਦੀਪ ਸਿੰਘ,ਹਰਜਿੰਦਰ ਸੇਮਾ,ਸੁਨੀਲ ਕੁਮਾਰ,ਲਖਵਿੰਦਰ ਸਿੰਘ ਗੋਨਿਆਣਾ,ਨਰਿੰਦਰ ਬੱਲੂਆਣਾ ਸੁਰੇਸ਼ ਕੁਮਾਰ ਨੇ ਕਿਹਾ ਕੇ ਪਿੱਤਰੀ ਜਿਲ੍ਹਿਆਂ ਵਿਚ ਖਾਲੀ ਪੋਸਟਾਂ ਹੋਣ ਦੇ ਬਾਵਜੂਦ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਹਜ਼ਾਰਾਂ ਅਧਿਆਪਕਾਂ ਨੂੰ ਦੂਰ ਦੁਰਾਡੇ ਨੌਕਰੀਆਂ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਹਨਾਂ ਅਧਿਆਪਕਾਂ ਦੇ ਸੁਰੱਖਿਅਤ ਆਉਣ-ਜਾਣ ਅਤੇ ਰਿਹਾਇਸ਼ ਦਾ ਪ੍ਰਬੰਧ ਜਾਂ ਹੋਰ ਸਹੂਲਤਾਂ ਦੇਣ ਵੱਲ ਕੋਈ ਧਿਆਨ ਦੇਣ ਦੀ ਥਾਂ ਨਵ-ਨਿਯੁਕਤ ਅਧਿਆਪਕਾਂ ਨੂੰ ਪਰਖ ਸਮੇਂ ਦੀ ਆੜ ਵਿਚ ਪਹਿਲੇ ਤਿੰਨ ਸਾਲ ਪੂਰੇ ਤਨਖਾਹ ਸਕੇਲ ਅਤੇ ਭੱਤਿਆਂ ਤੋਂ ਵੀ ਵਾਂਝੇ ਰੱਖ ਕੇ ਘੱਟ ਤਨਖਾਹਾਂ ’ਤੇ ਸੋਸ਼ਣ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕੇ ਹਰੇਕ ਅਧਿਆਪਕ ਨੂੰ ਨਵੀਂ ਨਿਯੁਕਤੀ ਜਾਂ ਤਰੱਕੀ ਹੋਣ ਉਪਰੰਤ ਉਸ ਦੇ ਗ੍ਰਹਿ ਜਿਲ੍ਹੇ ਵਿਚ ਹੀ ਸਟੇਸ਼ਨ ਦਿੱਤਾ ਜਾਵੇ ਅਤੇ ਜਿਲ੍ਹੇ ਵਿਚ ਇੱਕ ਵੀ ਪੋਸਟ ਨਾ ਖਾਲੀ ਹੋਣ ਦੀ ਸੂਰਤ ਵਿਚ ਵੀ ਗੁਆਂਢੀ ਜਿਲ੍ਹੇ ਵਿਚ ਹੀ ਭੇਜਿਆ ਜਾਵੇ। ਇਸ ਦੇ ਨਾਲ ਹੀ ਜਿਆਦਾ ਦੂਰੀ ਤੋਂ ਪੜ੍ਹਾਉਣ ਆਏ ਅਧਿਆਪਕਾਂ ਦੇ ਰਹਿਣ ਲਈ ਪੰਜਾਬ ਦੇ ਹਰੇਕ ਤਹਿਸੀਲ ਕੇਂਦਰ ’ਤੇ ਮਿਆਰੀ ਸਹੂਲਤਾਂ ਵਾਲੇ “ਟੀਚਰ ਹੋਮ” ਸਥਾਪਿਤ ਕੀਤੇ ਜਾਣ। ਡੀ.ਟੀ.ਐਫ. ਨੇ ਫ਼ੋਤ ਹੋਣ ਵਾਲੇ ਅਧਿਆਪਕਾਂ ਦੇ ਪਰਿਵਾਰਾਂ ਦੇ ਦੁੱਖ ’ਚ ਸ਼ਰੀਕ ਹੁੰਦਿਆਂ ਕਿਹਾ ਕੇ ਇਸ ਹਾਦਸੇ ਕਾਰਨ ਪੰਜਾਬ ਦੇ ਸਮੂਹ ਚਿੰਤਨਸ਼ੀਲ ਹਿੱਸਿਆਂ ਵਿਚ ਭਾਰੀ ਸੋਗ ਦੀ ਲਹਿਰ ਹੈ ਅਤੇ ਹਾਦਸੇ ਦੇ ਪੀੜਤਾਂ ਨੂੰ ਬਣਦਾ ਇਨਸਾਫ਼ ਨਾ ਮਿਲਣ ਦੀ ਸੂਰਤ ਵਿਚ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ।

Our Visitor

1911613