Saturday, May 23, 2026
Home Blog Page 2167

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਕੁਇਜ਼ ਮੁਕਾਬਲਾ ਕਰਵਾਇਆ

0

ਸੁਖਜਿੰਦਰ ਮਾਨ
ਬਠਿੰਡਾ, 23 ਮਾਰਚ: ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਬੀ.ਐਫ.ਜੀ.ਆਈ. ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ ਅਤੇ ਸ. ਭਗਤ ਸਿੰਘ ਜੀ ਦੇ ਜੀਵਨ, ਸੋਚ ਅਤੇ ਵਿਚਾਰਧਾਰਾ ਬਾਰੇ ਪੁੱਛੇ ਗਏ ਸੁਆਲਾਂ ਦੇ ਜਵਾਬ ਦਿੱਤੇ। ਇਸ ਕੁਇਜ਼ ਮੁਕਾਬਲੇ ਵਿੱਚ ਕੁੱਲ 6 ਟੀਮਾਂ ਨੇ ਭਾਗ ਲਿਆ। ਇਸ ਕੁਇਜ਼ ਮੁਕਾਬਲੇ ਦੌਰਾਨ ਸੁਆਲਾਂ ਦੇ 5 ਗੇੜ ਕਰਵਾਏ ਗਏ। ਇਸ ਕੁਇਜ਼ ਦਾ ਸੰਚਾਲਨ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਸਿੰਘ ਨੇ ਬਹੁਤ ਹੀ ਵਧੀਆ ਢੰਗ ਨਾਲ ਕੀਤਾ ਜਦੋਂ ਕਿ ਮੰਚ ਸੰਚਾਲਕ ਦੀ ਭੂਮਿਕਾ ਸਹਾਇਕ ਪ੍ਰੋਫੈਸਰ ਨਰਿੰਦਰ ਕੁਮਾਰ ਨੇ ਬਾਖ਼ੂਬੀ ਨਿਭਾਈ। ਕੁਇਜ਼ ਮੁਕਾਬਲੇ ਦੇ ਆਖ਼ਰੀ ਗੇੜ ਤੋਂ ਬਾਦ ਪ੍ਰਾਪਤ ਨਤੀਜੇ ਅਨੁਸਾਰ ਬੀ.ਐਸ.ਸੀ. ਐਗਰੀਕਲਚਰ ਚੌਥਾ ਸਮੈਸਟਰ ਦੇ ਵਿਦਿਆਰਥੀ ਲਵਪ੍ਰੀਤ ਸਿੰਘ, ਚਾਰੂ ਗੋਇਲ ਅਤੇ ਪ੍ਰਿੰਸ ਰਾਜ ਨੇ ਪਹਿਲਾ ਸਥਾਨ ਅਤੇ ਬੀ.ਏ. ਦੂਜਾ ਸਮੈਸਟਰ ਦੇ ਵਿਦਿਆਰਥੀ ਖ਼ੁਸ਼ਪ੍ਰੀਤ ਸਿੰਘ, ਹਰਜੀਤ ਸਿੰਘ ਅਤੇ ਸੁਖਨੰਦਨ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਬੀ.ਐਸ.ਸੀ. ਆਨਰਜ਼ ਦੇ ਵਿਦਿਆਰਥੀ ਜਸ਼ਨਦੀਪ ਸਿੰਘ, ਅਮਨਦੀਪ ਸਿੰਘ ਅਤੇ ਸ਼ਿਵਦੀਪ ਸਿੰਘ ਅਤੇ ਬੀ.ਐਡ. ਦੂਜਾ ਸਮੈਸਟਰ ਦੀ ਵਿਦਿਆਰਥਣ ਚੰਚਲ, ਪੂਨਮ ਰਾਣੀ ਅਤੇ ਕੋਮਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ-ਸੰਗੀਤ ਅਤੇ ਕਵਿਤਾਵਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਪੇਸ਼ ਕੀਤੀਆਂ। ਜਿਨ੍ਹਾਂ ਵਿੱਚ ਬੀ.ਸੀ.ਏ. ਦੂਜਾ ਸਮੈਸਟਰ ਦੇ ਹਰਮਨਪ੍ਰੀਤ ਸਿੰਘ, ਬੀ.ਏ.-ਬੀ.ਐਡ. ਦੀ ਰੁਪਿੰਦਰ ਕੌਰ ਅਤੇ ਐਮ.ਏ. ਪੁਲਿਟੀਕਲ ਸਾਇੰਸ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਦੇਸ਼ ਭਗਤੀ ਦੇ ਗੀਤ ਗਾਏ ਜਦੋਂ ਕਿ ਬੀ.ਐਸ.ਸੀ. ਚੌਥਾ ਸਮੈਸਟਰ ਦੀ ਖ਼ੁਸ਼ਪ੍ਰੀਤ ਕੌਰ ਨੇ ਕਵਿਤਾ ਸੁਣਾਈ । ਇਸ ਸਮਾਗਮ ਵਿੱਚ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਵਿਦਿਆਰਥੀਆਂ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਪ੍ਰਦਾਨ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਸ੍ਰੀ ਬੀ.ਡੀ. ਸ਼ਰਮਾ ਤੋਂ ਇਲਾਵਾ ਬੀ.ਐਫ.ਜੀ.ਆਈ. ਦੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਡੀਨ, ਵਿਭਾਗ ਮੁਖੀ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਸਦਕਾਂ ਹੀ ਅਸੀਂ ਇੱਕ ਆਜ਼ਾਦ ਦੇਸ਼ ਚ ਸਾਹ ਲੈ ਰਹੇ ਹਾਂ : ਸ਼ੌਕਤ ਅਹਿਮਦ ਪਰੇ

0

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸਮਾਰਕ ਵਿਖੇ ਸ਼ਰਧਾ ਦੇ ਫੁੱਲ-ਮਾਲਾ ਭੇਂਟ ਕਰਕੇ ਦਿੱਤੀ ਸ਼ਰਧਾਂਜ਼ਲੀ
ਡਿਪਟੀ ਕਮਿਸ਼ਨਰ ਨੇ ਅਮਨ ਸ਼ਾਂਤੀ ਦੇ ਪ੍ਰਤੀਕ ਦੋ ਚਿੱਟੇ ਕਬੂਤਰ ਤੇ ਰੰਗ-ਬਿਰੰਗੇ ਛੱਡੇ ਗੁਬਾਰੇ
ਸੁਖਜਿੰਦਰ ਮਾਨ
ਬਠਿੰਡਾ, 23 ਮਾਰਚ : ਸਹਾਰਾ ਜਨ ਸੇਵਾ ਰਜਿ: ਬਠਿੰਡਾ ਵਲੋਂ ਕਰਵਾਏ ਸ਼ਹੀਦ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਆਰੀਆ ਸਮਾਜ ਚੌਂਕ ਵਿਖੇ ਸਥਾਪਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸਮਾਰਕ ਵਿਖੇ ਸ਼ਰਧਾ ਦੇ ਫੁੱਲ-ਮਾਲਾ ਭੇਂਟ ਕਰਕੇ ਸ਼ਰਧਾਂਜ਼ਲੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਅੱਜ ਦਾ ਦਿਨ ਸਭ ਤੋਂ ਮਹੱਤਵਪੂਰਨ ਦਿਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਸਦਕਾਂ ਹੀ ਅਸੀਂ ਅੱਜ ਇੱਕ ਆਜ਼ਾਦ ਦੇਸ਼ ਚ ਸਾਹ ਲੈ ਰਹੇ ਹਾਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੋਲਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਇਹ ਸੁਫ਼ਨਾ ਸੀ ਕਿ ਆਜ਼ਾਦ ਹਿੰਦੁਸਤਾਨ ਵਿਚ ਇਕ ਅਜਿਹਾ ਲੁੱਟ ਰਹਿਤ, ਨਿਆਂ ਪਸੰਦ ਤੇ ਬਰਾਬਰੀ ’ਤੇ ਆਧਾਰਿਤ ਸਮਾਜਵਾਦੀ ਨਿਜ਼ਾਮ ਸਥਾਪਿਤ ਕੀਤਾ ਜਾਵੇ, ਜਿਸ ਵਿਚ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਨਾ ਹੋਵੇ ਅਤੇ ਦੇਸ਼ ਵਿੱਚ ਅਮਨ-ਸ਼ਾਂਤੀ ਬਰਕਰਾਰ ਰਹੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਸੂਰਮਿਆਂ ਦੀ ਸੋਚ ਸੀ ਕਿ ਸਭ ਚ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਹੋਵੇ, ਹਰੇਕ ਮਨੁੱਖ ਨੂੰ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਆਸਾਨੀ ਨਾਲ ਪ੍ਰਾਪਤ ਹੋਣ, ਲੋਕ ਵਿਗਿਆਨਕ ਸੋਚ ਦੇ ਧਾਰਨੀ ਹੋਣ ਅਤੇ ਕਿਸੇ ਵੀ ਨਾਗਰਿਕ ਨਾਲ ਧਰਮ, ਜਾਤ-ਪਾਤ, ਲਿੰਗ ਸਮੇਤ ਹੋਰ ਕਿਸੇ ਵੀ ਪੱਧਰ ਉੱਤੇ ਕੋਈ ਵਿਤਕਰਾ ਨਾ ਹੋਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਮਨ ਸ਼ਾਂਤੀ ਦੇ ਪ੍ਰਤੀਕ ਦੋ ਚਿੱਟੇ ਕਬੂਤਰ ਅਤੇ ਰੰਗ-ਬਿਰੰਗੇ ਗੁਬਾਰੇ ਵੀ ਛੱਡੇ। ਇਸ ਮੌਕੇ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ, ਚੇਅਰਮੈਨ ਪੰਜਾਬ ਟਰੇਡਰਜ਼ ਕਮਿਸ਼ਨ ਅਨਿੱਲ ਠਾਕੁਰ ਤੇ ਪ੍ਰਧਾਨ ਸਹਾਰਾ ਜਨਸੇਵਾ ਵਿਜੇ ਗੋਇਲ ਤੋਂ ਇਲਾਵਾ ਹੋਰ ਸਖ਼ਸੀਅਤਾਂ ਆਦਿ ਹਾਜ਼ਰ ਸਨ।

ਸ਼ਹੀਦਾਂ ਦੀ ਯਾਦ ’ਚ ਬਠਿੰਡਾ ਪੁਲਿਸ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ

0

ਸਵੈਇੱਛਤਾ ਨਾਲ ਪੁਲਿਸ ਦੇ 22 ਜਵਾਨਾਂ ਨੇ ਆਪਣਾ ਖ਼ੂਨਦਾਨ ਕੀਤਾ
ਸੁਖਜਿੰਦਰ ਮਾਨ
ਬਠਿੰਡਾ, 23 ਮਾਰਚ : ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਪੁਲਿਸ ਜਿਲਾ ਬਠਿੰਡਾ ਵਲੋਂ ਰੈਗਰ ਨੌਜਵਾਨ ਵੈਲਫੇਅਰ ਸੋਸਾਇਟੀ, ਕੋਸ਼ਿਸ਼ ਵੈਲਫੇਅਰ ਸੋਸਾਇਟੀ ਅਤੇ ਚੰਦਸਰ ਨਗਰ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਥੈਲਸੀਮੀਆਂ ਤੋਂ ਪੀੜਤ ਮਰੀਜਾਂ ਲਈ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈੰਪ ਥਾਣਾ ਕੋਤਵਾਲੀ ਵਿਖੇ ਲਗਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ, ਡੀ ਐਸ ਪੀ ਸਿਟੀ-1 ਵਿਸ਼ਵਜੀਤ ਸਿੰਘ ਮਾਨ, ਡੀ ਐਸ ਪੀ ਮੈਡਮ ਹੀਨਾ ਗੁਪਤਾ, ਇੰਸਪੈਕਟਰ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਨੇ ਬੋਲਦਿਆਂ ਕਿਹਾ ਕਿ ਅੱਜ ਦੇ ਦਿਨ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਦੇਸ ਦੀ ਅਜਾਦੀ ਲਈ ਕੁਰਬਾਨੀ ਦੇ ਕੇ ਬਹੁਤ ਵੱਡਮੁੱਲਾ ਯੋਗਾਦਨ ਪਾਇਆ ਸੀ। ਉਨ੍ਹਾਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਯੌਗਾਦਨ ਹੈ, ਇਸ ਲਈ ਹਰ ਇਨਸਾਨ ਨੂੰ ਇਕ ਵਾਰ ਜਰੂਰ ਖੂਨਦਾਨ ਕਰਨਾ ਚਾਹਿੰਦਾ ਹੈ। ਇਸ ਮੌਕੇ ਸਵੈ ਇੱਛਤਾ ਨਾਲ 22 ਖੂਨਦਾਨੀਆਂ ਨੇ ਵੱਧ ਚੜ੍ਹ ਕੇ ਖੂਨਦਾਨ ’ਚ ਬਣਦਾ ਯੋਗਦਾਨ ਪਾਇਆ। ਖੂਨ ਇਕੱਤਰ ਕਰਨ ਲਈ ਸਰਕਾਰੀ ਬਲੱਡ ਬੈਂਕ ਦੀ ਟੀਮ ਦੇ ਇੰਚਾਰਜ ਬੀਟੀਓ ਰੀਤਿਕਾ ਗਰਗ ਪਹੁੰਚੇ। ਥਾਣਾ ਕੋਤਵਾਲੀ ਦੇ ਐਸ.ਐਚ.ਓ. ਪਰਵਿੰਦਰ ਸਿੰਘ ਅਤੇ ਸਾਂਝ ਕੇਂਦਰ ਦੇ ਇੰਚਾਰਜ ਬਲਦੇਵ ਸਿੰਘ ਅਤੇ ਖੂਨਦਾਨੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਮੈਡੀਕਲ ਕੈੰਪ ਵਿਚ ਡਾਕਟਰ ਕੁਲਵਿੰਦਰ ਸਿੰਘ ਬੀਏਐਮਐਸ ਵਲੋਂ ਲੋੜਵੰਦ ਬੇਸਹਾਰਾ ਲੋਕਾਂ ਦਾ ਚੈਕਅਪ ਕਰਨ ਉਪਰੰਤ ਉਨਾ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆ। ਇਸ ਮੌਕੇ ਇੰਸਪੈਕਟਰ ਹਰਪ੍ਰੀਤ ਸਿੰਘ, ਰਜਿੰਦਰਪਾਲ ਸਿੰਘ ਏ ਐਸ ਆਈ, ਰਜਿੰਦਰ ਕੁਮਾਰ, ਪਰਵੀਨ ਕੁਮਾਰ, ਊਸਾ ਰਾਣੀ ਰੈਗਰ ਸਭਾ ਤੋਂ ਪੰਜਾਬ ਪ੍ਰਧਾਨ,ਰੈਗਰ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਲਲਿਤ ਕੁਮਾਰ, ਜਗਦੀਸ ਕੁਮਾਰ, ਮੁਨਸ਼ੀ ਸਿੰਘ, ਥੈਲਸੀਮੀਆ ਸੁਸਾਇਟੀ ਪ੍ਰਵੀਨ ਕੁਮਾਰ, ਚੰਦਸਰ ਨਗਰ ਸੇਵਾ ਸੁਸਾਇਟੀ ਹਰਸੁਖਜਿੰਦਰਪਾਲ ਸਿੰਘ, ਮਾਸਟਰ ਮਾਨ ਸਿੰਘ, ਜਸਕਰਨ ਸਿੰਘ ਖਾਲਸਾ, ਪ੍ਰੀਤਪਾਲ ਸਿੰਘ ਰੋਮਾਣਾ ਮੌਕੇ ਤੇ ਮੌਜੂਦ ਸਨ।

ਨਾਬਾਲਗ ਬੱਚੇ ਨਾਲ ਬਦਫ਼ੈਲੀ ਕਰਨ ਵਾਲੇ ਮੈਡੀਕਲ ਸਟੋਰ ਦੇ ਸੰਚਾਲਕ ਵਿਰੁਧ ਪਰਚਾ ਦਰਜ਼

0

ਪਿਛਲੇ ਲੰਮੇ ਸਮੇਂ ਤੋਂ ਦੁਕਾਨ ’ਤੇ ਕੰਮ ਕਰ ਰਿਹਾ ਸੀ ਪੀੜਤ ਬੱਚਾ
ਸੁਖਜਿੰਦਰ ਮਾਨ 
ਬਠਿੰਡਾ, 22 ਮਾਰਚ : ਸਥਾਨਕ ਸ਼ਹਿਰ ਦੇ ਅਜੀਤ ਰੋਡ ’ਤੇ ਸਥਿਤ ਇੱਕ ਮੈਡੀਕਲ ਸਟੋਰ ਦੇ ਸੰਚਾਲਕ ਵਿਰੁਧ ਬਠਿੰਡਾ ਪੁਲਿਸ ਨੇ ਇੱਕ ਨਾਬਾਲਗ ਬੱਚੇ ਨਾਲ ਬਦਫ਼ੈਲੀ ਕਰਨ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕੀਤਾ ਹੈ। ਪੀੜਤ ਬੱਚਾ ਕਥਿਤ ਅਰੋਪੀ ਦੀ ਦੁਕਾਨ ’ਤੇ ਹੀ ਕੰਮ ਕਰ ਰਿਹਾ ਸੀ। ਪ੍ਰੰਤੂ ਦੁਕਾਨਦਾਰ ਨੇ ਕਈ ਵਾਰ ਮੌਕੇ ਦਾ ਫ਼ਾਈਦਾ ਉਠਾਉਂਦਿਆਂ ਉਸਦੇ ਨਾਲ ਗਲਤ ਕੰਮ ਕੀਤਾ। ਸੂਚਨਾ ਮੁਤਾਬਕ ਲੰਘੇ ਐਤਵਾਰ ਵੀ ਕਥਿਤ ਦੋਸ਼ੀ ਵਲੋਂ ਅਜਿਹਾ ਕਰਨ ’ਤੇ ਬੱਚਾ ਬੀਮਾਰ ਹੋ ਗਿਆ ਤੇ ਪ੍ਰਵਾਰ ਵਲੋਂ ਝਿੜਕਣ ’ਤੇ ਬੱਚੇ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ, ਜਿਸਤੋਂ ਬਾਅਦ ਮਾਮਲਾ ਸਾਹਮਣੇ ਆਇਆ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦਸਿਆ ਕਿ ‘‘ਪੀੜ੍ਹਤ ਬੱਚੇ ਦੇ ਬਿਆਨ ਉੱਪਰ ਅਜੀਤ ਰੋਡ ’ਤੇ ਸਥਿਤ ਅਨਮੋਲ ਮੈਡੀਕਲ ਹਾਲ ਦੇ ਸੰਚਾਲਕ ਮੁਕੇਸ਼ ਕੁਮਾਰ ਵਿਰੁਧ ਧਾਰਾ 377 ਆਈ.ਪੀ.ਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ’’ ਪੁਲਿਸ ਅਧਿਕਾਰੀਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਮੁਜਰਮ ਦੀ ਹਾਲੇ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

ਕਿਸਾਨ ਜਥੇਬੰਦੀ ਨੇ ਪੰਜਾਬ ’ਚੋਂ ਕੇਂਦਰੀ ਸੁਰੱਖਿਆ ਬਲ ਵਾਪਸ ਭੇਜਣ ਤੇ ਐਨ.ਆਈ.ਏ. ਨੂੰ ਸੂਬੇ ਤੋਂ ਦੂਰ ਰੱਖਣ ਦੀ ਕੀਤੀ ਮੰਗ

ਸੂਬੇ ਦੇ ਮਾਹੌਲ ਨੂੰ ਖੌਫ਼ਜ਼ਦਾ ਬਣਾਉਣ ਕਦਮਾਂ ਦੀ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਨਿੰਦਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਮਾਰਚ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਮੰਗ ਕੀਤੀ ਹੈ ਕਿ ਪੰਜਾਬ ਚੋਂ ਕੇਂਦਰੀ ਸੁਰੱਖਿਆ ਬਲ ਫੌਰੀ ਵਾਪਸ ਸੱਦੇ ਜਾਣ ਅਤੇ ਐਨ.ਆਈ.ਏ. ਨੂੰ ਸੂਬੇ ਤੋਂ ਦੂਰ ਰੱਖਿਆ ਜਾਵੇ ਤੇ ਨਾਲ ਪੰਜਾਬ ਦੇ ਮਾਹੌਲ ਨੂੰ ਖੌਫ਼ਜ਼ਦਾ ਬਣਾ ਕੇ ਪੇਸ਼ ਕਰਨ ਦੇ ਸਾਰੇ ਕਦਮ ਫੌਰੀ ਰੋਕੇ ਜਾਣ। ਜਥੇਬੰਦੀ ਨੇ ਕਿਹਾ ਕਿ ਕੱਲ੍ਹ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਇਕੱਠਾਂ ਚ ਵੀ ਇਹ ਮੁੱਦੇ ਜੋਰ ਨਾਲ ਉਭਾਰੇ ਜਾਣਗੇ। ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਫਿਰਕੂ ਲਾਮਬੰਦੀਆਂ ਕਰਨ ਦੇ ਰਾਹ ਪਏ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਮਰਥਕਾਂ ਖਿਲਾਫ਼ ਪੁਲਸ ਕਾਰਵਾਈ ਨੂੰ ਮੁਲਕ ਪੱਧਰ ’ਤੇ ਅੰਨ੍ਹੇ ਰਾਸ਼ਟਰਵਾਦ ਨੂੰ ਉਭਾਰਨ ਦਾ ਸਾਧਨ ਬਣਾਇਆ ਗਿਆ ਹੈ, ਜਿਸ ਤਹਿਤ ਪੰਜਾਬ ਅੰਦਰ ਇੰਟਰਨੈੱਟ ਬੰਦ ਕਰਨ, ਕੇਂਦਰੀ ਸੁਰੱਖਿਆ ਬਲ ਸੱਦਣ ਤੇ ਉਹਨਾਂ ਦੇ ਫਲੈਗ ਮਾਰਚਾਂ ਰਾਹੀਂ ਦਹਿਸ਼ਤ ਫੈਲਾਉਣ, ਸਿਰੇ ਦੀ ਧੱਕੜ ਤੇ ਜਾਬਰ ਏਜੰਸੀ ਐਨ.ਆਈ.ਏ. ਨੂੰ ਪੰਜਾਬ ਭੇਜਣ ਤੇ ਐਨ.ਐਸ.ਏ. ਵਰਗੇ ਜਾਬਰ ਕਾਨੂੰਨ ਮੜ੍ਹਨ ਦੇ ਕਦਮ ਚੁੱਕੇ ਗਏ ਹਨ। ਇਹਨਾਂ ਕਦਮਾਂ ਨਾਲ ਅਜਿਹਾ ਝੂਠਾ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜਿਵੇਂ ਪੰਜਾਬ ਕੋਈ ਵੱਡੀ ਗੜਬੜ ਵਾਲਾ ਇਲਾਕਾ ਹੋਵੇ ਅਤੇ ਕੇਂਦਰੀ ਸਰਕਾਰ ਦੇ ਦਖ਼ਲ ਨਾਲ ਪੰਜਾਬ ਦੀ ਹਾਲਤ ਨੂੰ ਕਾਬੂ ਕੀਤਾ ਜਾ ਰਿਹਾ ਹੋਵੇ। ਜਦ ਕਿ ਇਹ ਪੰਜਾਬ ਦੀ ਹਾਲਤ ਬਾਰੇ ਪੂਰੀ ਤਰ੍ਹਾਂ ਗਲਤ ਪੇਸ਼ਕਾਰੀ ਹੈ ਅਤੇ ਫਿਰਕੂ ਤਾਕਤਾਂ ਦੀ ਅਸਲ ਸਮਰੱਥਾ ਤੋਂ ਕਿਤੇ ਵਧਵੀਂ ਕਾਰਵਾਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਮਰਥਕਾਂ ਦੀਆਂ ਕਾਰਵਾਈਆਂ ਨੂੰ ਸਧਾਰਨ ਕਾਨੂੰਨਾਂ ਨਾਲ ਪੰਜਾਬ ਪੁਲਸ ਵੱਲੋਂ ਵੀ ਰੋਕਿਆ ਜਾ ਸਕਦਾ ਸੀ ਤੇ ਦਰਜ ਕੇਸਾਂ ’ਚ ਪ੍ਰਚੱਲਤ ਸਧਾਰਨ ਤਰੀਕੇ ਨਾਲ ਵੀ ਗ੍ਰਿਫ਼ਤਾਰੀ ਕੀਤੀ ਜਾ ਸਕਦੀ ਸੀ, ਪਰ ਇਸਦੇ ਉਲਟ ਪਹਿਲਾਂ ਪੰਜਾਬ ਸਰਕਾਰ ਬਿਲਕੁਲ ਚੁੱਪ ਰਹੀ ਤੇ ਫਿਰ ਮੋਦੀ ਸਰਕਾਰ ਦੇ ਫਿਰਕੂ ਰਾਸ਼ਟਰਵਾਦੀ ਬਿਰਤਾਂਤ ਉਸਾਰਨ ਦੀ ਖੇਡ ’ਚ ਝਟ-ਪਟ ਸ਼ਾਮਲ ਹੋ ਗਈ। ਦੋਹਾਂ ਸਰਕਾਰਾਂ ਨੇ ਰਲ ਕੇ ਇਸ ਕਾਰਵਾਈ ਨੂੰ ਇੱਕ ਵੱਡੀ ਅਖੌਤੀ ਰਾਸ਼ਟਰਵਾਦੀ ਮਹਿੰਮ ’ਚ ਬਦਲਣ ਦੀ ਖੇਡ ਸ਼ੁਰੂ ਕਰ ਦਿੱਤੀ ਹੈ। ਜਿਸਦੀ ਕੀਮਤ ਆਖਰ ਪੰਜਾਬ ਦੇ ਲੋਕਾਂ ਨੂੰ ’ਤਾਰਨੀ ਪੈਣੀ ਹੈ। ਉਹਨਾਂ ਨੇ ਪੰਜਾਬ ਦੀਆਂ ਸਭਨਾਂ ਲੋਕ-ਪੱਖੀ ਤੇ ਜਮਹੂਰੀ ਤਾਕਤਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਦਹਿਸ਼ਤ ਪਸਾਰੇ ਦੇ ਕਦਮਾਂ ਖਿਲਾਫ਼ ਆਵਾਜ਼ ਉਠਾਉਣ, ਹਰ ਤਰ੍ਹਾਂ ਦੀਆਂ ਫਿਰਕਾਪ੍ਰਸਤ ਤਾਕਤਾਂ ਦਾ ਪਾਜ ਉਧੇੜਨ ਤੇ ਉਹਨਾਂ ਖਿਲਾਫ਼ ਡਟਦੇ ਹੋਏ ਹੱਕੀ ਲੋਕ ਸੰਘਰਸ਼ਾਂ ਨੂੰ ਤੇਜ਼ ਕਰਨ। ਉਹਨਾਂ ਕਿਹਾ ਕਿ ਸੋਚੀਆਂ-ਸਮਝੀਆਂ ਵਿਉਂਤਾਂ ਤਹਿਤ ਪੰਜਾਬ ਅੰਦਰ ਅਜਿਹੇ ਮਹੌਲ ਦੀ ਉਸਾਰੀ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਤਾਂ ਕਿ ਲੋਕਾਂ ਦਾ ਧਿਆਨ ਆਪਣੇ ਹਕੀਕੀ ਮੁੱਦਿਆਂ ਤੋਂ ਲਾਂਭੇ ਲਿਜਾਇਆ ਜਾ ਸਕੇ ਤੇ ਲੋਕਾਂ ਦੀ ਸੰਗਰਾਮੀ ਏਕਤਾ ’ਚ ਪਾਟਕ ਪਾਏ ਜਾ ਸਕਣ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੰਘਰਸ਼ਾਂ ਤੋਂ ਆਪਣਾ ਧਿਆਨ ਭਟਕਣ ਨਾ ਦੇਣ, ਸਗੋਂ ਏਕਤਾ ਵਿਸ਼ਾਲ ਕਰਨ ਤੇ ਹੱਕੀ ਸੰਘਰਸ਼ਾਂ ਨੂੰ ਹੋਰ ਭਖਾਉਣ।

ਮੁੱਖ ਮੰਤਰੀ ਨੇ ਪੀ.ਏ.ਯੂ. ਅਤੇ ਗਡਵਾਸੂ ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਦਿੱਤੀ ਮਨਜ਼ੂਰੀ

0

ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧੇ ਤਨਖਾਹ ਸਕੇਲ ਲਾਗੂ ਕਰਨ ਲਈ ਸਹਿਮਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਮਾਰਚ: ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਇੱਥੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ। ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਦੇ ਤਨਖਾਹ ਸਕੇਲ ਲਾਗੂ ਕਰਨ ਲਈ 66 ਕਰੋੜ ਰੁਪਏ ਦਾ ਸਾਲਾਨਾ ਖਰਚ ਆਵੇਗਾ, ਜਦੋਂ ਕਿ ਗਡਵਾਸੂ ਵਿੱਚ ਟੀਚਿੰਗ ਫੈਕਲਟੀ ਲਈ ਇਹੀ ਸਹੂਲਤ ਦੇਣ ਲਈ ਸਾਲਾਨਾ 20 ਕਰੋੜ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਫਸਲ ਉਤਪਾਦਨ ਅਤੇ ਸਹਾਇਕ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਵਿੱਚ ਦੋਵਾਂ ਯੂਨੀਵਰਸਿਟੀਆਂ ਦੀ ਫੈਕਲਟੀ ਦੇ ਵਡੇਰੇ ਯੋਗਦਾਨ ਦੇ ਸਾਹਮਣੇ ਇਹ ਰਕਮ ਕੁਝ ਵੀ ਨਹੀਂ ਹੈ। ਇਸ ਲਈ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪ੍ਰਮੁੱਖ ਯੂਨੀਵਰਸਿਟੀਆਂ ਦੇ ਟੀਚਿੰਗ ਸਟਾਫ਼ ਨੂੰ ਯੂ.ਜੀ.ਸੀ. ਸਕੇਲ ਮੁਹੱਈਆ ਕਰਵਾਏ ਜਾਣਗੇ।ਮੁੱਖ ਮੰਤਰੀ ਨੇ ਦੋਵਾਂ ਯੂਨੀਵਰਸਿਟੀਆਂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲ ਲਾਗੂ ਕਰਨ ’ਤੇ 53 ਕਰੋੜ ਰੁਪਏ ਦਾ ਖਰਚਾ ਆਵੇਗਾ, ਜਦਕਿ ਗਡਵਾਸੂ ਦੇ ਨਾਨ-ਟੀਚਿੰਗ ਸਟਾਫ਼ ਲਈ ਸੋਧੇ ਤਨਖਾਹ ਸਕੇਲਾਂ ਉਤੇ 10 ਕਰੋੜ ਰੁਪਏ ਸਾਲਾਨਾ ਦੀ ਅਦਾਇਗੀ ਕਰਨੀ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਭਾਈਚਾਰੇ ਦੀ ਭਲਾਈ ਲਈ ਖੋਜ ਕਾਰਜਾਂ ਨੂੰ ਅੱਗੇ ਵਧਾਉਣ ਲਈ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਵਿੱਚ ਵਿਆਪਕ ਸੁਧਾਰਾਂ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਸੂਬੇ ਦੇ ਕਿਸਾਨ ਸੜਕਾਂ ’ਤੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਇਹ ਯੂਨੀਵਰਸਿਟੀਆਂ ਵਿਆਪਕ ਖੋਜ ਰਾਹੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਦੋਵਾਂ ਯੂਨੀਵਰਸਿਟੀਆਂ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਇਕ ਪਾਸੇ ਕਿਸਾਨਾਂ ਦੀ ਕਿਸਮਤ ਨੂੰ ਬਦਲਣ ਲਈ ਹੋਰ ਠੋਸ ਉਪਰਾਲੇ ਕਰੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗਾ।

ਵਿਧਾਨ ਸਭਾ ਵਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਰੱਖਣ ਦਾ ਮਤਾ ਪਾਸ

0

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ
ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਕੀਤੀ ਵਕਾਲਤ
ਹਲਵਾਰਾ ਹਵਾਈ ਅੱਡੇ ਤੋਂ ਮਈ ਦੇ ਅੰਤ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ (ਜੀ.ਓ.ਆਈ.) ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਹੈ।ਇਹ ਮਤਾ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਪੇਸ਼ ਕੀਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਇਹ ਉਸ ਮਹਾਨ ਸ਼ਹੀਦ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਦੇਸ਼ ਲਈ ਨਿਰਸਵਾਰਥ ਹੋ ਕੇ ਕੰਮ ਕਰਨ ਲਈ ਨੌਜਵਾਨ ਪੀੜ੍ਹੀਆਂ ਵਾਸਤੇ ਪ੍ਰੇਰਨਾ ਸਰੋਤ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲ?ੇ ਤੋਂ ਮੁਕਤ ਕਰਵਾਉਣ ਲਈ ਅਹਿਮ ਰੋਲ ਅਦਾ ਕੀਤਾ ਅਤੇ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ ਅਤੇ ਫਿਰ ਦੇਸ਼ ਅੰਦਰ ਆਜ਼ਾਦੀ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣਾ ਸ਼ਹੀਦ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ’ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਨਾਮ ਰੱਖਣੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਰਾਸ਼ਟਰੀ ਨੇਤਾਵਾਂ ਦੇ ਨਾਮ ’ਤੇ ਰੱਖਣਾ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਦੇਸ਼ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਪ੍ਰਦਾਨ ਕਰਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਪ੍ਰਦਾਨ ਕਰਨ ਨਾਲ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਸੱਚਮੁੱਚ ਇਸ ਐਵਾਰਡ ਦੇ ਹੱਕਦਾਰ ਹਨ ਕਿਉਂ ਜੋ ਇਨ੍ਹਾਂ ਨੇ ਵਿਦੇਸ਼ੀ ਚੁੰਗਲ ਤੋਂ ਦੇਸ਼ ਨੂੰ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਬਦਕਿਸਮਤੀ ਨਾਲ ਆਜ਼ਾਦੀ ਦੇ 75 ਵਰ੍ਹੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਨ੍ਹਾਂ ਨਾਇਕਾਂ ਨੂੰ ਇਹ ਐਵਾਰਡ ਨਹੀਂ ਦਿੱਤਾ ਗਿਆ।ਇਸ ਅਹਿਮ ਮਤੇ ਨੂੰ ਪਾਸ ਕੀਤੇ ਜਾਣ ਮੌਕੇ ਇਜਲਾਸ ਦਾ ਬਾਈਕਾਟ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਇਹ ਕਾਰਵਾਈ ਇਨ੍ਹਾਂ ਮਹਾਨ ਨਾਇਕਾਂ ਪ੍ਰਤੀ ਘੋਰ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਣਮੱਤੇ ਐਵਾਰਡ ਲਈ ਜੇਤੂਆਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ। ਭਗਵੰਤ ਮਾਨ ਨੇ ਵਿਅੰਗ ਕੱਸਦਿਆਂ ਕਿਹਾ ਕਿ ਸਿਤਮਜ਼ਰੀਫੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਦੇ ਦੋ ਸਾਬਕਾ ਪ੍ਰਧਾਨ ਮੰਤਰੀਆਂ ਨੇ ਇਸ ਵੱਕਾਰੀ ਐਵਾਰਡ ਲਈ ਆਪਣੇ ਨਾਵਾਂ ਦੀ ਹੀ ਸਿਫ਼ਾਰਸ਼ ਕਰ ਦਿੱਤੀ ਸੀ।ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸ਼ਹੀਦੀ ਦਿਵਸ ਮੌਕੇ 16 ਨਵੰਬਰ ਨੂੰ ਛੁੱਟੀ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦੀਆਂ ਰਸਮਾਂ ਪੂਰੀਆਂ ਕਰ ਲਈਆਂ ਜਾਣਗੀਆਂ। ਭਗਵੰਤ ਮਾਨ ਨੇ ਇਸ ਮੁੱਦੇ ’ਤੇ ਉਸਾਰੂ ਬਹਿਸ ਵਿੱਚ ਹਿੱਸਾ ਲੈਣ ਅਤੇ ਬਿੱਲ ’ਤੇ ਸੂਬਾ ਸਰਕਾਰ ਦਾ ਸਮਰਥਨ ਕਰਨ ਲਈ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਅਸ਼ਵਨੀ ਸ਼ਰਮਾ ਅਤੇ ਨਛੱਤਰ ਪਾਲ ਸਮੇਤ ਵਿਰੋਧੀ ਧਿਰ ਦੇ ਹੋਰ ਵਿਧਾਇਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਥੋਂ ਮਈ ਦੇ ਅਖ਼ੀਰ ਜਾਂ ਜੂਨ ਤੱਕ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ 161 ਏਕੜ ਰਕਬੇ ਵਿੱਚ ਲਗਭਗ 50 ਕਰੋੜ ਰੁਪਏ ਦੀ ਲਾਗਤ ਨਾਲ ਇਸ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ ’ਤੇ ਹੋਰ ਅੱਗੇ ਲਿਆਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ ਅਤੇ ਇਸ ਨਾਲ ਜਿੱਥੇ ਲੁਧਿਆਣਾ ਦੇ ਕਾਰੋਬਾਰੀਆਂ ਨੂੰ ਸਹੂਲਤ ਮਿਲੇਗੀ, ਉਥੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।

ਸਿਹਤ ਵਿਭਾਗ ਵਲੋਂ 20 ਮਾਰਚ ਤੋਂ 25 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫਤਾ: ਡਾ ਗੁਰਮੇਲ ਸਿੰਘ

0

ਪੰਜਾਬੀ ਖ਼ਬਰਸਾਰ ਬਿਉਰੋ
ਨਥਾਣਾ, 22 ਮਾਰਚ : ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਟੀਕਾਕਰਨ ਹਫਤਾ ਮਿਤੀ 20 ਤੋਂ 25 ਮਾਰਚ 2023 ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਡਾਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦਾ ਮਕਸਦ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਜਾਂ ਅਧੂਰਾ ਟੀਕਾਕਰਨ ਹੋਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਲਈ ਵਿਸ਼ੇਸ਼ ਟੀਕਾਕਰਨ ਸ਼ੈਸਨ ਲਗਾਕੇ ਉਨ੍ਹਾਂ ਦਾ ਮੁਕੰਮਲ ਟੀਕਾਕਰਨ ਕਰਨਾ ਹੈ। ਉਨ੍ਹਾਂ ਕਿਹਾ ਕਿ ਬਲਾਕ ਦੀਆਂ ਸਾਰੀਆਂ ਸੰਸਥਾਵਾਂ ਵੱਲੋਂ ਅਧੂਰਾ ਟੀਕਾਕਰਨ ਵਾਲੇ ਬੱਚੇ ਅਤੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦਾ ਸਰਵੇ ਕਰਕੇ 20 ਮਾਰਚ ਤੋਂ ਵਿਸ਼ੇਸ਼ ਟੀਕਾਕਰਨ ਸ਼ੈਸ਼ਣ ਲਗਾ ਕੇ ਮੁਕੰਮਲ ਟੀਕਾਕਰਨ ਕੀਤਾ ਜਾ ਰਿਹਾ ਹੈ। ਇਹ ਟੀਕਾਕਰਨ ਸ਼ੈਸ਼ਣ ਪ੍ਰਵਾਸੀ ਮਜ਼ਦੂਰਾਂ, ਝੁੱਗੀਆਂ ਝੋਪੜੀਆਂ, ਇੱਟਾਂ ਦੇ ਭੱਠੇ, ਪਥੇਰਾਂ, ਸ਼ੈਲਰਾਂ ਅਤੇ ਢਾਣੀਆਂ ਵਿਚ ਜਾ ਕੇ ਲਗਾਏ ਜਾ ਰਹੇ ਹਨ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਵਿਸ਼ੇਸ਼ ਟੀਕਾਕਰਨ ਮੁਹਿੰਮ ਵਿਚ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦਿਤਾ ਜਾਵੇ ਤਾਂ ਜੋ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹਿ ਸਕੇ। ਬਲਾਕ ਐਕਸਟੈਨਸ਼ਨ ਐਜੂਕੇਟਰ ਰੋਹਿਤ ਜਿੰਦਲ ਨੇ ਕਿਹਾ ਕਿ ਰੁਟੀਨ ਵਿਚ ਬੱਚੇ ਦਾ 2 ਸਾਲ ਦੀ ਉਮਰ ਤੱਕ ਟੀਕਾਕਰਨ ਪੂਰਾ ਹੋ ਜਾਂਦਾ ਹੈ ਲੇਕਿਨ ਇਸ ਹਫਤੇ ਦੋਰਾਨ ਜਿਹੜੇ ਬੱਚਿਆਂ ਦਾ ਟੀਕਾਕਰਨ ਅਧੂਰਾ ਹੈ ਜਾਂ ਨਹੀ ਹੋਇਆ ਹੈ ਤਾਂ ਉਨ੍ਹਾਂ ਦਾ ਮੁਕੰਮਲ ਟੀਕਾਕਰਨ 5 ਸਾਲ ਦੀ ਉਮਰ ਤੱਕ ਵੀ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ 5 ਸਾਲ ਤੱਕ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਬੇਸ਼ੱਕ ਪੋਲੀਓ ਸਾਡੇ ਦੇਸ਼ ਵਿਚੋਂ ਖਤਮ ਹੋ ਚੁੱਕਾ ਹੈ ਪਰੰਤੂ ਸਾਡੇ ਗਵਾਂਡੀ ਦੇਸ਼ਾਂ ਵਿਚ ਪੋਲੀਓ ਦੇ ਕੇਸ ਅਜੇ ਵੀ ਰਿਪੋਰਟ ਹੋ ਰਹੇ ਹਨ ਇਸ ਲਈ ਸਰਕਾਰ ਵਲੋਂ ਪੋਲੀਓ ਦੇ ਤੀਜੇ ਟੀਕੇ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ 9 ਮਹੀਨੇ ਦੀ ਉਮਰ ਤੇ ਲਗਾਇਆ ਜਾ ਰਿਹਾ ਹੈ।ਇਸ ਲਈ ਪੋਲੀਓ ਅਤੇ ਹੋਰ ਬੀਮਾਰੀਆਂ ਨੂੰ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਪੂਰਨ ਫਾਇਦਾ ਉਠਾ ਕੇ ਆਪਣੇ ਬੱਚਿਆਂ ਦਾ ਟੀਕਾਕਰਣ ਜਰੂਰ ਕਰਵਾਉਣ। ਇਸ ਮੌਕੇ ਐਲ.ਐਚ.ਵੀ. ਪਰਮਜੀਤ ਕੌਰ, ਏ.ਐਨ.ਐਮ. ਮਾਇਆ ਦੇਵੀ, ਸਿਹਤ ਕਰਮੀ ਮਨਜਿੰਦਰ ਸਿੰਘ ਅਤੇ ਸਮੂਹ ਆਸ਼ਾ ਵਰਕਰ ਹਾਜ਼ਰ ਸਨ।

ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

0

ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

ਪੰਜਾਬ ਵਿਧਾਨ ਸਭਾ ਵੱਲੋਂ ਹਿਮਾਚਲ ਪ੍ਰਦੇਸ਼ ਸਰਕਾਰ ਦੇ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਫੈਸਲੇ ਦੀ ਨਿਖੇਧੀ

0

ਇਹ ਕਦਮ ਪੰਜਾਬ ਤੇ ਇਸ ਦੇ ਲੋਕਾਂ ਦੇ ਹਿੱਤਾਂ ਨਾਲ ਵੱਡਾ ਧੱਕਾ: ਭਗਵੰਤ ਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਮਾਰਚ: ਰਿਪੇਰੀਅਨ ਸਿਧਾਂਤ ਮੁਤਾਬਕ ਪਾਣੀ ਉਤੇ ਆਪਣਾ ਕਾਨੂੰਨੀ ਹੱਕ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ।ਹਿਮਾਚਲ ਪ੍ਰਦੇਸ਼ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਕਰਨ ਲਈ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੇਸ਼ ਮਤੇ ਦੀ ਪ੍ਰੋੜ੍ਹਤਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਹਿੱਤਾਂ ਅਤੇ ਇਸ ਦੇ ਲੋਕਾਂ ਨਾਲ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪੰਜਾਬ (ਪੰਜ ਦਰਿਆਵਾਂ ਦੀ ਧਰਤੀ) ਅੱਜ ਪੀਣ ਵਾਲੇ ਪਾਣੀ ਦੀ ਗੰਭੀਰ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਉਤੇ ਹਿਮਾਚਲ ਪ੍ਰਦੇਸ਼ ਸਰਕਾਰ ਦਾ ਇਹ ਕੋਝਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੁੱਖੂ ਸਰਕਾਰ ਦਾ ਇਹ ਕਦਮ ਗ਼ੈਰ-ਕਾਨੂੰਨੀ ਅਤੇ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਉਤੇ ਪੰਜਾਬ ਦਾ ਕਾਨੂੰਨੀ ਹੱਕ ਹੈ ਅਤੇ ਕੋਈ ਵੀ ਸੂਬੇ ਦਾ ਇਹ ਹੱਕ ਨਹੀਂ ਖੋਹ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਜ਼ਮੀਨ ਰਾਹੀਂ ਵਹਿ ਰਹੇ ਪਾਣੀ ਉਤੇ ਪੰਜਾਬ ਇਕ ਦੁਆਨੀ ਵੀ ਕਿਸੇ ਨੂੰ ਨਹੀਂ ਦੇਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਕਦਮ ਦੇਸ਼ ਨੂੰ ਵੰਡਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ‘ਭਾਰਤ ਜੋੜੋ’ ਨਹੀਂ, ਸਗੋਂ ‘ਭਾਰਤ ਤੋੜੋ’ ਮੁਹਿੰਮ ਹੈ। ਉਨ੍ਹਾਂ ਪੰਜਾਬ ਦੇ ਕਾਂਗਰਸ ਆਗੂਆਂ ਦੀ ਵਿਧਾਨ ਸਭਾ ਵਿੱਚੋਂ ਗ਼ੈਰਹਾਜ਼ਰੀ ਉਤੇ ਸਵਾਲ ਚੁੱਕਦਿਆਂ ਆਖਿਆ ਕਿ ਜਦੋਂ ਸੂਬਾ ਪਾਣੀਆਂ ਬਾਰੇ ਗੰਭੀਰ ਮਸਲਿਆਂ ਉਤੇ ਵਿਚਾਰ ਕਰ ਰਿਹਾ ਹੈ ਤਾਂ ਉਹ ਸਦਨ ਵਿੱਚ ਹਾਜ਼ਰ ਹੀ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਾਰੇ ਮਸਲਿਆਂ ਦੇ ਹੱਲ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਦੇ ਇਸ ਸ਼ਰਮਨਾਕ ਕਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਦੇ ਕਈ ਚਿਹਰੇ ਹਨ ਅਤੇ ਉਹ ਹਮੇਸ਼ਾ ਸਿਆਸੀ ਸਹੂਲਤ ਲਈ ਆਪਣੇ ਇਨ੍ਹਾਂ ਚਿਹਰਿਆਂ ਨੂੰ ਵਰਤਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਸੰਘੀ ਢਾਂਚੇ ਬਾਰੇ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਅਸਲ ਵਿੱਚ ਉਹ ਚੱਲਦੇ ਆਪਣੇ ਸਿਆਸੀ ਮੁਫ਼ਾਦ ਮੁਤਾਬਕ ਹੀ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਫਿਰ ਕਾਂਗਰਸ ਨੇ ਪੰਜਾਬ ਖ਼ਿਲਾਫ਼ ਸਾਜ਼ਿਸ਼ ਘੜੀ ਹੈ ਪਰ ਇਸ ਨੂੰ ਕਿਸੇ ਵੀ ਕੀਮਤ ਉਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਸੂਬਿਆਂ ਦੀਆਂ ਤਾਕਤਾਂ ਘਟਾਉਣ ਵਾਲੇ ਅਜਿਹੇ ਕਦਮ ਚੁੱਕਣ ਤੋਂ ਸੰਕੋਚ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਸੂਬਿਆਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਅਜਿਹੇ ਮਸਲੇ ਚੁੱਕਣ ਨਾਲ ਕੇਂਦਰ ਸਰਕਾਰ ਨੂੰ ਸੂਬੇ ਨਾਲ ਸਬੰਧਤ ਮਸਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਦਾ ਮੌਕਾ ਮਿਲਿਆ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇ ਕਾਂਗਰਸ ਸਰਕਾਰ ਆਪਣੇ ਮਨਸੂਬੇ ਨੂੰ ਅੱਗੇ ਵਧਾਉਂਦੀ ਹੈ ਤਾਂ ਉਹ ਕਿਹੜੇ ਮੂੰਹ ਨਾਲ ਦੇਸ਼ ਵਿੱਚ ਸੰਘੀ ਢਾਂਚੇ ਬਾਰੇ ਦਾਅਵੇ ਕਰੇਗੀ।ਸੂਬੇ ਵਿੱਚ ਪਾਣੀ ਦੀ ਕਿੱਲਤ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੇਤਰਸੀ ਨਾਲ ਵਰਤੋਂ ਕਾਰਨ ਸੂਬੇ ਦਾ ਬਹੁਤਾ ਇਲਾਕਾ ‘ਡਾਰਕ ਜ਼ੋਨ’ ਵਿੱਚ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਸੂਬੇ ਦੇ ਇਕੋ-ਇਕ ਕੁਦਰਤੀ ਸਰੋਤ ਪਾਣੀ ਦੀ ਬੇਦਰਦੀ ਨਾਲ ਵਰਤੋਂ ਕਰਕੇ ਦੇਸ਼ ਲਈ ਝੋਨਾ ਪੈਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਸ ਵਡੇਰੇ ਯੋਗਦਾਨ ਨੂੰ ਮਾਨਤਾ ਦੇਣ ਦੀ ਥਾਂ ਸੂਬੇ ਦੇ ਹਿੱਤਾਂ ਨਾਲ ਖਿਲਵਾੜ ਕਰਨ ਲਈ ਅਜਿਹੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤਾ ਵੱਡਾ ਦੁਖਾਂਤ ਹੈ ਕਿ ਸੂਬੇ ਦੇ ਬਿਲਕੁੱਲ ਵਿਚਕਾਰ ਪੈਂਦਾ ਜ਼ਿਲ੍ਹਾ ਵੀ ਹੁਣ ਨਹਿਰੀ ਪਾਣੀ ਦੇ ਟੇਲਾਂ ਉਤੇ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ, ਦੂਜੇ ਪਾਸੇ ਸੂਬੇ ਨਾਲ ਖਿਲਵਾੜ ਕਰਨ ਵਾਲੀਆਂ ਤਾਕਤਾਂ ਅਜਿਹੇ ਕਦਮ ਚੁੱਕ ਰਹੀਆਂ ਹਨ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਕੀਮਤ ਉਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰੇਗੀ।

Our Visitor

1911332