Friday, May 22, 2026
Home Blog Page 2189

ਕੋਈ ਵੀ ਯੋਗ ਲਾਭਪਾਤਰੀ ਸਿਹਤ ਬੀਮਾ ਯੋਜਨਾ (ਆਯੂਸ਼ਮਾਨ) ਕਾਰਡ ਤੋਂ ਨਾ ਰਹੇ ਵਾਝਾਂ : ਡਿਪਟੀ ਕਮਿਸ਼ਨਰ

0

ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਭਪਾਤਰੀ ਕਾਰਡਾਂ ਸਬੰਧੀ ਕੀਤੀ ਸਮੀਖਿਆ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਆਯੂਸ਼ਮਾਨ) ਤਹਿਤ ਲਾਭਪਾਤਰੀ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਸਬੰਧੀ ਸਮੀਖਿਆ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਜਿੰਨ੍ਹਾਂ ਲਾਭਪਤਾਰੀਆਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਆਯੂਸ਼ਮਾਨ) ਦੇ ਕਾਰਡ ਬਣਨ ਵਾਲੇ ਰਹਿੰਦੇ ਹਨ, ਉਹ ਆਪਣੀ ਰਿਹਾਇਸ਼ ਦੇ ਨਜ਼ਦੀਕ ਚੱਲ ਰਹੇ ਕਿਸੇ ਵੀ ਕਾਮਨ ਸਰਵਿਸ ਸੈਂਟਰ ਤੋਂ ਆਪਣਾ ਆਧਾਰ ਕਾਰਡ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਕੇ ਆਪਣਾ ਕਾਰਡ ਬਣਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਆਯੂਸ਼ਮਾਨ) ਦੇ ਲਾਭਪਾਤਰੀਆਂ ਲਈ ਜ਼ਿਲ੍ਹੇ ਭਰ ਵਿੱਚ 76 ਪ੍ਰਾਈਵੇਟ ਹਸਪਤਾਲ ਅਤੇ 52 ਸਰਕਾਰੀ ਹਸਪਤਾਲ ਕਵਰ ਕੀਤੇ ਗਏ ਹਨ, ਜਿੱਥੇ ਲਾਭਪਾਤਰੀ ਆਪਣਾ ਇਲਾਜ਼ ਇਸ ਕਾਰਡ ਰਾਹੀਂ ਮੁਫ਼ਤ ਚ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀ 5 ਲੱਖ ਰੁਪਏ ਤੱਕ ਆਪਣਾ ਇਲਾਜ ਇਸ ਕਾਰਡ ਰਾਹੀਂ ਕਰਵਾ ਸਕਦਾ ਹੈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਹਾਜ਼ਰੀਨ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਪਣੇ-ਆਪਣੇ ਵਿਭਾਗਾਂ ਦੁਆਰਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਆਯੂਸ਼ਮਾਨ) ਦੇ ਲਾਭਪਾਤਰੀਆਂ ਨੂੰ ਇਨ੍ਹਾਂ ਕਾਰਡਾਂ ਨਾਲ ਮਿਲਣ ਵਾਲੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਆਮ ਲੋਕ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨ ਸਿੰਗਲਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਉੂਸ਼ਾ ਗੋਇਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਪਾਮਿਲ ਬਾਂਸਲ, ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਫੂਡ ਤੇ ਸਿਵਲ ਸਪਲਾਈ, ਕਿਰਤ ਵਿਭਾਗ, ਕਰ ਤੇ ਆਬਕਾਰੀ ਵਿਭਾਗ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

ਪੰਜਾਬ ਦੀ ਸ਼ਰਾਬ ਤੇ ਆਬਕਾਰੀ ਨੀਤੀ ਦੀ ਵੀ ਸੀਬੀਆਈ ਤੋਂ ਕਰਵਾਈ ਜਾਵੇ ਜਾਂਚ : ਸਰੂਪ ਚੰਦ ਸਿੰਗਲਾ

0

ਭਾਜਪਾ ਵਰਕਰਾਂ ਨੇ ਕਲੈਕਟਰ ਦਫ਼ਤਰ ਅੱਗੇ ਦਿੱਤਾ ਧਰਨਾ, ਸੋਪਿਆਂ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ : ਭਾਰਤੀ ਜਨਤਾ ਪਾਰਟੀ ਵਲੋਂ ਅੱਜ ਦਿੱਲੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸ਼ਰਾਬ ਨੀਤੀ ਦੀ ਸੀ.ਬੀ.ਆਈ ਜਾਂਚ ਦੀ ਮੰਗ ਨੂੰ ਲੈ ਕੇ ਸਥਾਨਕ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੰਦੇ ਹੋਏ ਸਰਕਾਰ ਵਿਰੁਧ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਤੇ ਸੂਬਾ ਮੀਤ ਪ੍ਰਧਾਨ ਦਿਆਲ ਦਾਸ ਸੋਢੀ ਸਮੇਤ ਵੱਖ ਵੱਖ ਬਲਾਰਿਆ ਨੇ ਦੋਸ਼ ਲਗਾਇਆ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਤੋਂ ਇਲਾਵਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਭ੍ਰਿਸ਼ਟਾਚਾਰ ਨਾਲ ਭਰੀ ਹੋਈ ਹੈ। ਉਨਾਂ ਕਿਹਾ ਕਿ ਦਿੱਲੀ ਦੇ ਇਸ਼ਾਰਿਆਂ ’ਤੇ ਪੰਜਾਬ ’ਚ ਆਪਣੇ ਚਹੇਤੇ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਲਈ ਨਵੀਂ ਆਬਕਾਰੀ ਨੀਤੀ ਲਿਆਂਦੀ ਗਈ ਹੈ। ਇਸ ਨੀਤੀ ਨਾਲ ਪੰਜਾਬ ਵਿੱਚ ਸ਼ਰਾਬ ਦਾ ਕਾਰੋਬਾਰ ਦੋ ਪਰਿਵਾਰਾਂ ਦੇ ਹੱਥਾਂ ਵਿੱਚ ਚਲਾ ਜਾਵੇਗਾ।ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਦੀ ਆਬਕਾਰੀ ਨੀਤੀ ਦੀ ਤੁਰੰਤ ਸੀ.ਬੀ.ਆਈ ਜਾਂਚ ਕਰਵਾਈ ਜਾਵੇ ਤਾਂ ਜੋ ਪੰਜਾਬ ਦੇ ਵਸੀਲਿਆਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਤਰਾਂ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ, ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਆਗੂ ਤੇ ਅਧਿਕਾਰੀ ਪੰਜ ਮਹੀਨੇ ਦੀ ਸੀਬੀਆਈ ਜਾਂਚ ਮਗਰੋਂ ਅੱਜ ਜੇਲ੍ਹ ਵਿੱਚ ਹਨ। ਧਰਨੇ ਨੂੰ ਸੂਬਾ ਮੀਡੀਆ ਇੰਚਾਰਜ ਸੁਨੀਲ ਸਿੰਗਲਾ, ਸਾਬਕਾ ਚੇਅਰਮੈਨ ਮੋਹਨ ਲਾਲ ਗਰਗ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਤੇ ਨਰਿੰਦਰ ਮਿੱਤਲ, ਗੁਲਸ਼ਨ ਵਧਵਾ, ਅਸੋਕ ਬਾਲਿਆਵਾਲੀ, ਵਰਿੰਦਰ ਸ਼ਰਮਾ, ਉਮੇਸ਼ ਸਰਮਾ, ਗੁਰਿੰਦਰ ਪਾਲ ਮਾਂਗਟ, ਰਾਜ਼ੇਸ ਨੌਨੀ, ਜੇਯੰਤ ਸ਼ਰਮਾ, ਜਤਿੰਦਰ ਗੋਗੀ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਸੂਰਿਯਾ ਕਿਰਨ ਸ਼ੋਅ 6 ਤੇ 7 ਮਾਰਚ ਨੂੰ : ਸ਼ੌਕਤ ਅਹਿਮਦ ਪਰੇ

0

ਅਗਾਊਂ ਤਿਆਰੀਆਂ ਸਬੰਧੀ ਕੀਤੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ : ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਸੂਰਿਯਾ ਕਿਰਨ ਸ਼ੋਅ 6 ਅਤੇ 7 ਮਾਰਚ ਨੂੰ ਹੋਵੇਗਾ, ਜਿਸਦੀ ਤਿਆਰੀਆਂ ਲਈ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਭਿਸੀਆਣਾ ਵਿਖੇ ਅਗਾਊਂ ਤਿਆਰੀਆਂ ਸਬੰਧੀ ਇੰਡੀਅਨ ਏਅਰ ਫੋਰਸ ਤੇ ਸਿਵਿਲ ਏਅਰ ਪੋਰਟ, ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਬਠਿੰਡਾ ਵਿਖੇ ਇਸ ਤਰ੍ਹਾਂ ਦਾ ਸ਼ੋਅ ਕਰੀਬ ਡੇਢ ਦਹਾਕੇ ਪਹਿਲੇ ਸਾਲ 2007 ਚ ਹੋਇਆ ਸੀ। ਉਸ ਉਪਰੰਤ ਦੂਸਰੀ ਵਾਰ ਇਹ ਸ਼ੋਅ ਇੱਥੇ ਇੰਡੀਅਨ ਏਅਰ ਫੋਰਸ ਵਲੋਂ ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਸੂਰਿਯਾ ਕਿਰਨ ਐਰੋਬੈਟਿਕ ਟੀਮ ਵਲੋਂ ਵੱਖ-ਵੱਖ ਤਰ੍ਹਾਂ ਦੇ ਹਵਾਈ ਕਰਤੱਵ ਦਿਖਾਏ ਜਾਣਗੇ। ਇਸ ਸ਼ੋਅ ਨੂੰ ਦੇਖਣ ਲਈ ਵਿਸ਼ੇਸ਼ ਤੌਰ ਤੇ ‘ਦੇਸ਼ ਕੇ ਵੀਰ’ ਦੇ ਪਰਿਵਾਰਾਂ ਤੇ ਪ੍ਰਮੁੱਖ ਸਖਸ਼ੀਅਤਾਂ ਤੋਂ ਇਲਾਵਾ ਏਅਰ ਫੋਰਸ, ਪੁਲਿਸ ਤੇ ਸਿਵਲ ਪ੍ਰਸ਼ਾਸਨ ਤੇ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਮੌਕੇ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਬਿਜਲੀ ਦੀ ਨਿਰਵਿਘਨ ਸਪਲਾਈ, ਆਰਜੀ ਪਖ਼ਾਨੇ, ਬੈਰੀਕੇਡਿੰਗ ਤੇ ਟ?ਰੈਫ਼ਿਕ ਆਦਿ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਆਉਣ ਲਈ ਬੱਸਾਂ ਆਦਿ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ੋਅ ਮੌਕੇ ਮੈਡੀਕਲ ਟੀਮਾਂ ਤੇ ਐਂਬੂਲੈਂਸ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਕਮਿਸ਼ਨਰ ਨਗਰ ਨਿਗਮ ਰਾਹੁਲ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਸਹਾਇਕ ਕਮਿਸ਼ਨਰ ਜਨਰਲ ਪੰਕਜ, ਐਸਡੀਐਮ ਵਰਿੰਦਰ ਸਿੰਘ, ਜ਼ਿਲ੍ਹਾ ਸਿੱਖਿਅ ਅਫ਼ਸਰ ਸੈਕੰਡਰੀ ਸ਼?ਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਅ ਅਫ਼ਸਰ ਪ੍ਰਾਇਮਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਬੁੱਟਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।’

ਬੀ.ਐਫ.ਸੀ.ਈ.ਟੀ. ਵਿਖੇ ’ ਕੰਪਿਊਟਿੰਗ, ਸੰਚਾਰ ਅਤੇ ਸੁਰੱਖਿਆ ’ ਬਾਰੇ 8ਵੀਂ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਹੋਇਆ ਆਗਾਜ਼

0

ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ : ਬੀ.ਐਫ.ਜੀ.ਆਈ. ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ ਸਪਰਿੰਗਰ ਦੇ ਤਕਨੀਕੀ ਸਹਿਯੋਗ ਨਾਲ “ਕੰਪਿਊਟਿੰਗ, ਕਮਿਊਨੀਕੇਸ਼ਨ ਐਂਡ ਸਕਿਉਰਿਟੀ ’ ਬਾਰੇ ਕਰਵਾਈ ਜਾ ਰਹੀ 8ਵੀਂ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ’ਆਈ.ਸੀ.ਸੀ.ਸੀ.ਐਸ.-2023’ ਦਾ ਅੱਜ ਸਫਲਤਾਪੂਰਵਕ ਆਗਾਜ਼ ਹੋਇਆ। ਇਸ ਅੰਤਰਰਾਸ਼ਟਰੀ ਕਾਨਫ਼ਰੰਸ ’ਆਈ.ਸੀ.ਸੀ.ਸੀ.ਐਸ.-2023’ ਨੂੰ ਸਾਇੰਸ ਐਂਡ ਰਿਸਰਚ ਬੋਰਡ (ਸਰਬ ਇੰਡੀਆ) ਅਤੇ ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜ਼ੂਕੇਸ਼ਨ (ਆਈ.ਐਸ.ਟੀ.ਈ.) ਵੱਲੋਂ ਸਪਾਂਸਰ ਕੀਤਾ ਗਿਆ ਹੈ ਜਦੋਂ ਕਿ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਵੱਲੋਂ ਸਹਿਯੋਗ ਦਿੱਤਾ ਗਿਆ ਹੈ। ਇਸ ਕਾਨਫ਼ਰੰਸ ਦਾ ਮੁੱਖ ਉਦੇਸ਼ ਕੰਪਿਊਟਰ ਪ੍ਰਣਾਲੀਆਂ ਅਤੇ ਨੈਟਵਰਕਾਂ ਦੇ ’ਕੰਪਿਊਟਿੰਗ, ਸੰਚਾਰ ਅਤੇ ਸੁਰੱਖਿਆ’ ਪਹਿਲੂਆਂ ’ਤੇ ਕੰਮ ਕਰ ਰਹੇ ਦੁਨੀਆ ਭਰ ਦੇ ਪੇਸ਼ੇਵਰਾਂ, ਖੋਜਾਰਥੀਆਂ ਨੂੰ ਇਸ ਚੁਣੌਤੀਪੂਰਨ ਖੋਜ ਖੇਤਰ ਵਿੱਚ ਨਵੇਂ ਉੱਭਰ ਰਹੇ ਵਿਚਾਰਾਂ ਅਤੇ ਰੁਝਾਨਾਂ ਨੂੰ ਪੇਸ਼ ਕਰਨ ਅਤੇ ਚਰਚਾ ਕਰਨ ਲਈ ਇੱਕ ਅੰਤਰਰਾਸ਼ਟਰੀ ਮੰਚ ਪ੍ਰਦਾਨ ਕਰਨਾ ਹੈ। ਕਾਨਫ਼ਰੰਸ ਦੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਪ੍ਰੋ. (ਡਾ.) ਰਾਜੀਵ ਆਹੂਜਾ ਡਾਇਰੈਕਟਰ ਆਈ.ਆਈ.ਟੀ. ਰੋਪੜ ਸਨ ਜਦੋਂ ਕਿ ਏ.ਵੀ.ਕੇ. ਗਲੋਬਲ ਟਰੇਨਰ ਨਵੀਂ ਦਿੱਲੀ ਦੇ ਸੀ.ਈ.ਓ. ਅਤੇ ਸੰਸਥਾਪਕ ਸ੍ਰੀ .ਵੀ. ਕੇ ਆਰੀਆ (ਰਿਟਾ. ਡਿਪਟੀ ਡਾਇਰੈਕਟਰ ਜਨਰਲ, ਸੂਚਨਾ ਮੰਤਰਾਲਾ, ਭਾਰਤ ਸਰਕਾਰ) ਅਤੇ ਤ੍ਰੀਭੁਵਨ ਯੂਨੀਵਰਸਿਟੀ ਨੇਪਾਲ ਤੋਂ ਡਾ. ਸੁਰੇਂਦਰ ਸ਼ਰੇਸ਼ਠ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਸ ਕਾਨਫ਼ਰੰਸ ਦੇ ਦਸ ਟਰੈਕਾਂ ਵਿੱਚ 21ਵੀਂ ਸਦੀ ਦੌਰਾਨ ਦੁਨੀਆ ਭਰ ਵਿੱਚ ਵਰਤੀਆਂ ਜਾ ਰਹੀਆਂ ਨਵੀਨਤਮ ਤਕਨੀਕਾਂ ਜਿਵੇਂ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.), ਮਸ਼ੀਨ ਲਰਨਿੰਗ ਅਤੇ ਇੰਟਰਨੈੱਟ ਆਫ਼ ਥਿੰਗਜ਼ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਾਨਫ਼ੰਰਸ ਲਈ ਬੀ.ਐਫ.ਸੀ.ਈ.ਟੀ. ਨੂੰ 200 ਤੋਂ ਵਧੇਰੇ ਖੋਜ ਪੱਤਰ ਪ੍ਰਾਪਤ ਹੋਏ ਹਨ। ਕਾਨਫ਼ਰੰਸ ਦੇ ਉਦਘਾਟਨੀ ਸਮਾਰੋਹ ਦੌਰਾਨ ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਅਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਬੀ.ਐਫ.ਜੀ.ਆਈ. ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਬੀ.ਐਫ.ਜੀ.ਆਈ. ਵੱਲੋਂ ਇੰਟੇਲ ਅਤੇ ਫੈਸਟੋ ਵਿੱਚ ਇੰਟਰਨਸ਼ਿਪ ਪ੍ਰਦਾਨ ਕਰ ਕੇ ਵਿਦਿਆਰਥੀਆਂ ਲਈ ਬਹੁਤ ਵਧੀਆ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀ.ਐਫ.ਜੀ. ਆਈ. ਵਿਖੇ ਬਾਬਾ ਫ਼ਰੀਦ ਸਕੂਲ ਆਫ਼ ਇੰਟਰਪ੍ਰੀਨਿਓਰਸ਼ਿਪ ਅਤੇ ਬਾਬਾ ਫ਼ਰੀਦ ਸਕੂਲ ਆਫ਼ ਸਕਿੱਲ ਡਿਵੈਲਪਮੈਂਟ ਸਥਾਪਿਤ ਕਰ ਕੇ ਵਿਦਿਆਰਥੀਆਂ ਨੂੰ ਹੁਨਰ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਉੱਦਮੀ ਬਣਾਇਆ ਜਾਂਦਾ ਹੈ । ਉਨ੍ਹਾਂ ਨੇ ਇਸ ਕਾਨਫ਼ਰੰਸ ਦੇ ਆਯੋਜਨ ਲਈ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਭਾਗੀਦਾਰਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਮਹਿਮਾਨਾਂ ਨੇ ਇਸ ਕਾਨਫ਼ੰਰਸ ਲਈ ਪ੍ਰਾਪਤ ਹੋਏ ਖੋਜ ਪੱਤਰਾਂ ਦਾ ਸੰਗ੍ਰਹਿ ਵੀ ਰਿਲੀਜ਼ ਕੀਤਾ ।ਇਸ ਕਾਨਫਰੰਸ ਦੇ ਮੁੱਖ ਮਹਿਮਾਨ ਪ੍ਰੋਫੈਸਰ ਡਾ. ਰਾਜੀਵ ਆਹੂਜਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਖੋਜ ਅਤੇ ਸਵੈ ਰੋਜ਼ਗਾਰ ਲਈ ਚਲਾਏ ਜਾ ਰਹੇ ਬਾਬਾ ਫ਼ਰੀਦ ਸਕੂਲ ਆਫ਼ ਇੰਟਰਪ੍ਰੀਨਿਓਰਸ਼ਿਪ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਬੀ.ਐਫ.ਜੀ.ਆਈ. ਵੱਲੋਂ ਜੋ ਵੀ ਪ੍ਰੋਜੈਕਟ ਆਈ.ਆਈ. ਟੀ. ਰੋਪੜ ਨੂੰ ਭੇਜੇ ਜਾਣਗੇ ਉਨ੍ਹਾਂ ਲਈ ਆਈ.ਆਈ.ਟੀ. ਵੱਲੋਂ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਵੱਲੋਂ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਬੀ.ਐਫ.ਜੀ.ਆਈ. ਨਾਲ ਵਧੇਰੇ ਸਹਿਯੋਗ ਦੀ ਪੇਸ਼ਕਸ਼ ਵੀ ਕੀਤੀ। ਉਨ੍ਹਾਂ ਨੇ ਵਿਸ਼ਵ ਪੱਧਰ ’ਤੇ ਕੰਪਿਊਟਿੰਗ, ਸੰਚਾਰ ਅਤੇ ਸੁਰੱਖਿਆ ਵਿੱਚ ਖੋਜ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਗਿਆਨ ਅਤੇ ਤਕਨਾਲੋਜੀ ਦੀਆਂ ਨਵੀਆਂ ਕਾਢਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਹੈ ਜਦੋਂ ਭਾਰਤ ਨੂੰ ਗਲੋਬਲ ਪਲੇਟਫਾਰਮਾਂ ’ਤੇ ਆਪਣੀ ਪ੍ਰਤਿਭਾ ਦੀ ਨੁਮਾਇੰਦਗੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਲਈ ਆਈ.ਆਈ. ਟੀ. ਰੋਪੜ ਦੇ ਨਾਲ ਕੰਮ ਕਰਨ ਦੇ ਮੌਕੇ ਅਤੇ ਸੰਭਾਵਨਾਂਵਾਂ ਨੂੰ ਸਾਂਝਾਂ ਕੀਤਾ ਅਤੇ ਕਿਹਾ ਕਿ ਖੋਜ ਕਾਰਜਾਂ ਲਈ ਸਾਨੂੰ ਟੀਮ ਦੇ ਰੂਪ ਵਿੱਚ ਕੰਮ ਕਰਨਾ ਚਾਹੀਦਾ ਹੈ।ਸ੍ਰੀ ਵੀ.ਕੇ. ਆਰੀਆ ਨੇ ਲੈਬ ਗਤੀਵਿਧੀਆਂ ਅਤੇ ਪ੍ਰੋਜੈਕਟਾਂ ਰਾਹੀਂ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਵਿੱਚ ਵਿਗਿਆਨ ਅਤੇ ਗਣਿਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਬਾਰੇ ਭਾਸ਼ਣ ਦਿੱਤਾ। ਉਨ੍ਹਾਂ ਨੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਵੱਖ-ਵੱਖ ਟੈਲੀਕਾਮ ਅਤੇ ਹੋਰ ਸਿਖਲਾਈ ਪ੍ਰੋਗਰਾਮਾਂ ਨੂੰ ਚਲਾਉਣ ਲਈ ਚੀਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ਾਂ ਦਾ ਦੌਰਾ ਕੀਤਾ। ਇਸ ਉਪਰੰਤ ਬੀ.ਐਫ.ਜੀ.ਆਈ. ਦੀ ਮੈਨੇਜਮੈਂਟ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਪ੍ਰਦਾਨ ਕਰ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਬੀ.ਐਫ.ਸੀ.ਈ.ਟੀ. ਦੀ ਪ੍ਰਿੰਸੀਪਲ ਡਾ. ਜਯੋਤੀ ਬਾਂਸਲ ਨੇ ਹਾਜ਼ਰੀਨ ਨੂੰ ਕਾਨਫ਼ਰੰਸ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਕਾਨਫ਼ਰੰਸ ਵਿੱਚ ਸ਼ਾਮਲ ਹੋਏ ਮਹਿਮਾਨਾਂ, ਮਾਹਿਰ ਵਿਦਵਾਨਾਂ, ਡੈਲੀਗੇਟਾਂ, ਮੁੱਖ ਬੁਲਾਰਿਆਂ ਅਤੇ ਹਾਜ਼ਰੀਨ ਦਾ ਵਿਸ਼ੇਸ਼ ਧੰਨਵਾਦ ਕੀਤਾ।

“ਕੀ ਹੋਵੇ ਪੰਜਾਬ ਦੀ ਖੇਤੀ ਨੀਤੀ”ਵਿਸ਼ੇ’ਤੇ ਬਠਿੰਡਾ ਟੀਚਰਜ਼ ਹੋਮ’ਚ ਹੋਈ ਸੂਬਾਈ ਕਨਵੈਨਸ਼ਨ

ਲੋਕ ਮੋਰਚਾ ਪੰਜਾਬ ਵੱਲੋਂ ਲੋਕ ਪੱਖੀ ਖੇਤੀ ਨੀਤੀ ਦੇ ਮੁੱਦਿਆਂ ‘ਤੇ ਜਨਤਕ ਮੁਹਿੰਮ ਦਾ ਆਗਾਜ਼
ਵਿਸਥਾਰੀ ਨੁਕਤਿਆਂ ਵਾਲਾ ਪੈਂਫਲਿਟ ਉੱਘੀਆਂ ਜਨਤਕ ਸਖਸ਼ੀਅਤਾਂ ਵੱਲੋਂ ਜਾਰੀ ਕੀਤਾ ਗਿਆ
ਸੁਖਜਿੰਦਰ ਮਾਨ
ਬਠਿੰਡਾ, 2 ਮਾਰਚ : ਲੋਕ ਮੋਰਚਾ ਪੰਜਾਬ ਨੇ ਅੱਜ ਟੀਚਰਜ਼ ਹੋਮ ਬਠਿੰਡਾ ‘ਚ ਪੰਜਾਬ ਦੀ ਨਵੀਂ ਖੇਤੀ ਨੀਤੀ ਦੇ ਮੁੱਦੇ ‘ਤੇ ਸੂਬਾਈ ਕਨਵੈਨਸ਼ਨ ਕਰਦਿਆਂ ਪੰਜਾਬ ਅੰਦਰ ਜਨਤਕ ਮੁਹਿੰਮ ਦੀ ਸ਼ੁਰੂਆਤ ਕੀਤੀ ਜਿਸ ਮੁਹਿੰਮ ਦੌਰਾਨ ਬਦਲਵੀਂ ਲੋਕ ਪੱਖੀ ਖੇਤੀ ਨੀਤੀ ਦੇ ਮੁੱਦੇ ਲੋਕਾਂ ਵਿੱਚ ਉਭਾਰੇ ਜਾਣਗੇ। ਪੰਜਾਬ ਦੇ ਵੱਖ ਵੱਖ ਖੇਤਰਾਂ ‘ਚੋਂ ਪੁੱਜੇ ਕਾਰਕੁੰਨਾਂ ਦੀ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸੰਗਠਨ ਦੇ ਸੂਬਾਈ ਆਗੂਆਂ ਜਗਮੇਲ ਸਿੰਘ, ਸ਼ੀਰੀਂ ਤੇ ਗੁਰਦੀਪ ਸਿੰਘ ਨੇ ਕਿਹਾ ਕਿ ਬਦਲਵੀਂ ਲੋਕ ਪੱਖੀ ਖੇਤੀ ਨੀਤੀ ਦੇ ਮੂਲ ਨੁਕਤੇ, ਖੇਤੀ ਖੇਤਰ ‘ਚੋਂ ਜਗੀਰੂ ਤੇ ਸਾਮਰਾਜੀ ਲੁੱਟ ਦਾ ਖਾਤਮਾ ਕਰਨਾ ਹੈ ਜਿਹੜੀ ਖੇਤੀ ਖੇਤਰ ਦੇ ਵਿਕਾਸ ਨੂੰ ਬੰਨ੍ਹ ਮਾਰ ਕੇ ਰੱਖ ਰਹੀ ਹੈ ਤੇ ਕਿਸਾਨਾਂ-ਖੇਤ ਮਜ਼ਦੂਰਾਂ ਦੀ ਕਿਰਤ ਨਿਚੋੜ ਰਹੀ ਹੈ।ਅਸਲ ਲੋਕ ਪੱਖੀ ਖੇਤੀ ਨੀਤੀ ਇਨਕਲਾਬੀ ਜ਼ਮੀਨੀ ਸੁਧਾਰ ਕਰਨ, ਸ਼ਾਹੂਕਾਰਾ ਕਰਜ਼ ਪ੍ਰਬੰਧ ਦਾ ਖਾਤਮਾ ਕਰਕੇ ਸਸਤੇ ਬੈਂਕ ਕਰਜ਼ਿਆਂ ਦਾ ਇੰਤਜ਼ਾਮ ਕਰਨ, ਸਭਨਾਂ ਫਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਕਰਨ ਤੇ ਸੰਸਾਰ ਵਪਾਰ ਸੰਸਥਾ ‘ਚੋਂ ਬਾਹਰ ਆਉਣ, ਪੰਜਾਬ ਦੇ ਵਾਤਾਵਰਨ ਦੇ ਅਨਕੂਲ ਰਵਾਇਤੀ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਤੇ ਖੇਤੀ ਵਿੱਚ ਵੱਡਾ ਸਰਕਾਰੀ ਨਿਵੇਸ਼ ਕਰਨ ਦੇ ਮੁੱਦਿਆਂ ਦੁਆਲੇ ਬਣਨੀ ਚਾਹੀਦੀ ਹੈ।ਇਹ ਨੀਤੀ ਸ਼ਾਹੂਕਾਰਾਂ, ਜਗੀਰਦਾਰਾਂ ਤੇ ਸਾਮਰਾਜੀ ਕੰਪਨੀਆਂ ਦੇ ਹਿੱਤਾਂ ਦੀ ਕੀਮਤ ‘ਤੇ ਗਰੀਬ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਿੱਤ ਪੂਰਨ ਵਾਲੀ ਹੋਣੀ ਚਾਹੀਦੀ ਹੈ। ਪੰਜਾਬ ਦੇ ਵਾਤਾਵਰਨ, ਪਾਣੀ ਸੋਮਿਆਂ ਤੇ ਮਿੱਟੀ ਦੀ ਉਪਜਾਊ ਸ਼ਕਤੀ ਦੀ ਸੰਭਾਲ ਦੇ ਸਰੋਕਾਰਾਂ ਨੂੰ ਸੰਬੋਧਿਤ ਹੋਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਖੇਤੀ ਖੇਤਰ ‘ਚ ਵੱਡਾ ਸਰਕਾਰੀ ਨਿਵੇਸ਼ ਕਰਨ ਲਈ ਕਾਰਪੋਰੇਟਾਂ ਅਤੇ ਵੱਡੀਆਂ ਪੇਂਡੂ ਜਾਇਦਾਦਾਂ ‘ਤੇ ਭਾਰੀ ਟੈਕਸ ਲਾ ਕੇ ਖਜ਼ਾਨਾ ਭਰਨਾ ਚਾਹੀਦਾ ਹੈ ਤੇ ਕਿਸਾਨਾਂ-ਖੇਤ ਮਜ਼ਦੂਰਾਂ ਵੱਲ ਨੂੰ ਸੇਧਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹਨਾਂ ਮੁੱਦਿਆਂ ਨੂੰ ਲੋਕਾਂ ‘ਚ ਉਭਾਰਨ ਲਈ ਤੇ ਇਹਨਾਂ ‘ਤੇ ਸੰਘਰਸ਼ ਉਸਾਰਨ ਦਾ ਹੋਕਾ ਦੇਣ ਲਈ ਲੋਕ ਮੋਰਚਾ ਪੰਜਾਬ ਮਾਰਚ ਮਹੀਨੇ ‘ਚ ਜਨਤਕ ਮੀਟਿੰਗਾਂ ਤੇ ਇਕੱਤਰਤਾਵਾਂ ਦੀ ਮੁਹਿੰਮ ਹੱਥ ਲੈ ਰਿਹਾ ਹੈ। ਕਨਵੈਨਸ਼ਨ ਵਿੱਚ ਉੱਘੇ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ, ਮਜ਼ਦੂਰ ਆਗੂ ਜ਼ੋਰਾ ਸਿੰਘ ਨਸਰਾਲੀ ਤੇ ਉੱਘੀ ਜਮਹੂਰੀ ਸ਼ਖ਼ਸੀਅਤ ਐਡਵੋਕੇਟ ਐਨ ਕੇ ਜੀਤ ਨੇ ਮੋਰਚੇ ਵੱਲੋਂ ਬਦਲਵੀਂ ਖੇਤੀ ਨੀਤੀ ਬਾਰੇ ਪ੍ਰਕਾਸ਼ਿਤ ਕੀਤਾ ਗਿਆ ਪੈਂਫਲਿਟ ਜਾਰੀ ਕੀਤਾ ਤੇ ਮੁਹਿੰਮ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ। ਉਹਨਾਂ ਇਸ ਮੁਹਿੰਮ ਨੂੰ ਵੇਲੇ ਸਿਰ ਲਿਆ ਗਿਆ ਲੋੜੀਂਦਾ ਕਦਮ ਕਰਾਰ ਦਿੱਤਾ ਅਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਲੋਕ ਪੱਖੀ ਖੇਤੀ ਨੀਤੀ ਦੇ ਮੁੱਦਿਆਂ ਲਈ ਸੰਘਰਸ਼ਾਂ ਦਾ ਝੰਡਾ ਬੁਲੰਦ ਕਰਨ ਤੇ ਇਸ ਨੂੰ ਆਪਣੇ ਏਜੰਡੇ ਵਜੋਂ ਹਕੂਮਤਾਂ ਸਾਹਮਣੇ ਰੱਖਣ। ਕਨਵੈਨਸ਼ਨ ਦੌਰਾਨ ਮੰਚ ਦਾ ਸੰਚਾਲਨ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਨੇ ਕੀਤਾ।

ਤਿੰਨ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਝੀਲ ’ਚੋਂ ਲਾਸ਼ ਬਰਾਮਦ

0

ਸੁਖਜਿੰਦਰ ਮਾਨ
ਬਠਿੰਡਾ, 2 ਮਾਰਚ : ਤਿੰਨ ਦਿਨ ਪਹਿਲਾਂ ਸ਼ਹਿਰ ਵਿਚੋਂ ਲਾਪਤਾ ਹੋਏ ਇੱਕ ਨੌਜਵਾਨ ਦੀ ਅੱਜ ਸਥਾਨਕ ਥਰਮਲ ਪਲਾਟ ਦੀ ਝੀਲ ਵਿਚੋਂ ਲਾਸ਼ ਬਰਾਮਦ ਹੋਈ ਹੈ। ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਲਾਸ਼ ਨੂੰ ਸਿਵਲ ਹਸਪਤਾਲ ’ਚ ਪਹੁੰਚਾਇਆ ਗਿਆ। ਮੈਡੀਕਲ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਉਕਤ ਨੌਜਵਾਨ ਦੇ ਮਾਪਿਆਂ ਨੇ ਅਪਣੇ ਪੁੱਤਰ ਦੇ ਕਤਲ ਦਾ ਦੋਸ਼ ਲਗਾਇਆ ਹੈ। ਦੁਖੀ ਤੇ ਗੁੱਸੇ ’ਚ ਦਿਖ਼ਾਈ ਦੇ ਰਹੇ ਪ੍ਰਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਅਤੇ ਪੁਲਿਸ ਥਾਣੇ ਅੱਗੇ ਵੀ ਰੋਸ਼ ਜਤਾਇਆ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਤੁਸ਼ਾਰ ਸਚਦੇਵਾ(24) ਪੁੱਤਰ ਚੰਦਰਮਣੀ ਵਾਸੀ ਗੰਗਾਰਾਮ ਵਾਲੀ ਗਲੀ ਬਠਿੰਡਾ ਵਜਂੋ ਹੋਈ ਹੈ। ਮਿਲੀ ਸੂਚਨਾ ਮੁਤਾਬਕ ਮ੍ਰਿਤਕ ਨੌਜਵਾਨ ਸ਼ਹਿਰ ਦੀ ਇੱਕ ਮੈਡੀਕਲ ਏਜੰਸੀ ਵਿਚ ਕੰਮ ਕਰਦਾ ਸੀ। ਤਿੰਨ ਦਿਨ ਪਹਿਲਾਂ ਉਹ ਦੁਕਾਨ ਤੋਂ ਇਹ ਕਹਿ ਕੇ ਨਿਕਲਿਆ ਕਿ ਘਰ ਮੋਬਾਇਲ ਫ਼ੋਨ ਲੈਣ ਜਾ ਰਿਹਾ ਹੈ। ਪ੍ਰੰਤੂ ਉਹ ਨਾਂ ਤਾਂ ਘਰ ਪਹੁੰਚਿਆਂ ਅਤੇ ਨਾ ਹੀ ਵਾਪਸ ਦੁਕਾਨ ’ਤੇ ਆਇਆ। ਏਜੰਸੀ ਵਾਲਿਆਂ ਵਲੋਂ ਨੌਜਵਾਨ ਦੀ ਦੁਕਾਨ ਵਿਚੋਂ ਨਿਕਲਦੇ ਦੀ ਇੱਕ ਵੀਡੀਓ ਵੀ ਵਾਈਰਲ ਕੀਤੀ ਗਈ ਤਾਂ ਕਿ ਉਸਦਾ ਕੁੱਝ ਪਤਾ ਲੱਗ ਸਕੇ। ਇਸਦੇ ਇਲਾਵਾ ਪੁਲਿਸ ਨੂੰ ਵੀ ਸੂਚਤ ਕੀਤਾ ਗਿਆ ਪ੍ਰੰਤੂ ਪਿਛਲੇ ਤਿੰਨ ਦਿਨਾਂ ਤੋਂ ਉਸਦੀ ਕੁੱਝ ਉੱਘ ਸੁੱਘ ਨਹੀਂ ਮਿਲੀ ਸੀ। ਪ੍ਰੰਤੂ ਅੱਜ ਬਾਅਦ ਦੁਪਿਹਰ ਅਚਾਨਕ ਪਤਾ ਲੱਗਿਆ ਕਿ ਇੱਕ ਲਾਸ਼ ਝੀਲ ਵਿਚ ਤੈਰ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਦੇ ਵਰਕਰ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਬਾਹਰ ਕੱਢਿਆ ਗਿਆ। ਇਸ ਦੌਰਾਨ ਹੀ ਗੁੰਮ ਨੌਜਵਾਨ ਦੇ ਮਾਪੇ ਵੀ ਪੁੱਜ ਗਏ, ਜਿੰਨ੍ਹਾਂ ਮੌਕੇ ’ਤੇ ਹੀ ਅਪਣੇ ਲੜਕੇ ਦੀ ਪਹਿਚਾਣ ਕਰ ਲਈ। ਇਸਤੋਂ ਬਾਅਦ ਸਹਾਰਾ ਵਰਕਰ ਲਾਸ਼ ਨੂੰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਲੈ ਗਏ। ਪ੍ਰਵਾਰਕ ਮੈਂਬਰ ਵੀ ਹਸਪਤਾਲ ਪੁੱਜ ਗਏ, ਜਿੱਥੇ ਉਨ੍ਹਾਂ ਅਪਣੇ ਲੜਕੇ ਦਾ ਕਤਲ ਹੋਣ ਦਾ ਦੋਸ਼ ਲਗਾਉਂਦਿਆਂ ਰੋਸ਼ ਜਤਾਇਆ। ਇਸਤੋਂ ਬਾਅਦ ਵੱਡੀ ਗਿਣਤੀ ਵਿਚ ਪ੍ਰਵਾਰਕ ਮੈਂਬਰਾਂ ਕੋਤਵਾਲੀ ਥਾਣੇ ਪੁੱਜੇ ਤੇ ਪੁਲਿਸ ਕੋਲੋ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਥਾਣਾ ਕੋਤਵਾਲੀ ਦੇ ਇੰਚਾਰਜ਼ ਇੰਸਪੈਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪ੍ਰਵਾਰ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ।

ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਰੋਕਣ ਲਈ ਫ਼ਰਾਖ਼ਦਿਲੀ ਨਾਲ ਫੰਡ ਅਲਾਟ ਕਰਨ ਲਈ ਕੇਂਦਰ ਸਰਕਾਰ ਦਾ ਸਹਿਯੋਗ ਮੰਗਿਆ
ਪੰਜਾਬ ਕੇਡਰ ਦੇ ਅਧਿਕਾਰੀ ਦੀ ਐਸ.ਐਸ.ਪੀ. ਚੰਡੀਗੜ੍ਹ ਵਜੋਂ ਨਿਯੁਕਤੀ ਦਾ ਮੁੱਦਾ ਚੁੱਕਿਆ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 2 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਫ਼ਰਾਖ਼ਦਿਲੀ ਨਾਲ ਫੰਡ ਅਲਾਟ ਕਰਨ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਅੱਜ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਬਾਰੇ ਜਾਣੂ ਕਰਵਾਇਆ। ਇਸ ‘ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ ਜਿਸ ਲਈ ਕੇਂਦਰ ਸਰਕਾਰ ਦਾ ਸਹਿਯੋਗ ਜ਼ਰੂਰੀ ਹੈ। ਭਗਵੰਤ ਮਾਨ ਨੇ ਇਸ ਚੁਣੌਤੀ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਨਵੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾ ਪੁਲਿਸ ਫੋਰਸ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਪੁਲਿਸ ਫੋਰਸ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਇਹ ਸਭ ਤੋਂ ਜ਼ਰੂਰੀ ਹੈ।ਅਮਿਤ ਸ਼ਾਹ ਨਾਲ 40 ਮਿੰਟ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਹੱਦ ਪਾਰੋਂ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਡੇਰੇ ਹਿੱਤ ਵਿੱਚ ਸਰਹੱਦ ‘ਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਡਰੱਗ ਮਾਫੀਆ ਦੀ ਸਰਪ੍ਰਸਤੀ ਕਰ ਰਿਹਾ ਹੈ, ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਹੁਤ ਘਾਤਕ ਸਾਬਤ ਹੋ ਸਕਦਾ ਹੈ।ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਪੰਜਾਬ ਵੱਲੋਂ ਫੜੇ ਗਏ ਗੈਂਗਸਟਰਾਂ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਗੈਂਗਸਟਰਾਂ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉੱਤੇ ਚੱਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਕੀਮਤ ‘ਤੇ ਸੂਬੇ ਵਿਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪਾਬੰਦ ਹੈ।ਮੁੱਖ ਮੰਤਰੀ ਨੇ ਕੰਡਿਆਲੀ ਤਾਰ ਤੋਂ ਪਾਰ ਜਾਣ ਵਾਲੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਕਾਡਰ ਦੇ ਅਧਿਕਾਰੀ ਨੂੰ ਚੰਡੀਗੜ੍ਹ ਵਿੱਚ ਐਸ.ਐਸ.ਪੀ. ਨਿਯੁਕਤ ਕਰਨ ਦੀ ਵੀ ਅਪੀਲ ਕੀਤੀ, ਜੋ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ। ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ ਬਕਾਏ ਤੁਰੰਤ ਜਾਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ।ਮੁੱਖ ਮੰਤਰੀ ਦੇ ਨਾਲ ਡੀ.ਜੀ.ਪੀ. ਗੌਰਵ ਯਾਦਵ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਮੌਜੂਦ ਸਨ।

ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਉਤੇ ਕੇਂਦਰਿਤ ਹੋਵੇਗੀ ਨਵੀਂ ਖੇਡ ਨੀਤੀ: ਮੀਤ ਹੇਅਰ

0

ਖੇਡ ਮੰਤਰੀ ਨੇ ਮਾਹਿਰਾਂ ਦੀ ਕਮੇਟੀ ਨਾਲ ਖੇਡ ਨੀਤੀ ਦੇ ਖਰੜੇ ਉਤੇ ਕੀਤੀ ਚਰਚਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਮਾਰਚ: ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬੇ ਵਿੱਚ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੀਂ ਖੇਡ ਨੀਤੀ ਲਈ ਬਣਾਈ ਮਾਹਿਰਾਂ ਦੀ ਕਮੇਟੀ ਨਾਲ ਖਰੜੇ ਉਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਦਿੱਤੀ।ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡ ਖੇਤਰ ਨੂੰ ਪ੍ਰਮੁੱਖ ਤਰਜੀਹ ਦੇਣ ਦੇ ਨਿਰਦੇਸ਼ਾਂ ਤਹਿਤ ਖੇਡ ਨੀਤੀ ਵਿੱਚ ਇਸ ਗੱਲ ਉਤੇ ਜ਼ੋਰ ਦਿੱਤਾ ਜਾਵੇਗਾ ਕਿ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਕਰਵਾਉਣ ਉਤੇ ਧਿਆਨ ਕੇਂਦਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਓਲੰਪਿਕਸ ਦੀ ਤਿਆਰੀ ਲਈ ਅਥਲੀਟ ਅਕਸ਼ਦੀਪ ਸਿੰਘ ਨੂੰ 5 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਭਵਿੱਖ ਵਿੱਚ ਹੋਰਨਾਂ ਵੱਡੇ ਮੁਕਾਬਲਿਆਂ ਦੀ ਤਿਆਰੀ ਲਈ ਵੀ ਖਿਡਾਰੀਆਂ ਨੂੰ ਨਗਦ ਰਾਸ਼ੀ ਦੇਣ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਮੁਕਾਬਲੇ ਲਈ ਤਿਆਰ ਕਰਨਾ ਵੱਡੀ ਗੱਲ ਹੈ, ਤਮਗ਼ਾ ਜਿੱਤਣ ਤੋਂ ਬਾਅਦ ਤਾਂ ਹਰ ਕੋਈ ਇਨਾਮ, ਮਾਣ-ਸਨਮਾਨ ਦੇ ਦਿੰਦਾ ਹੈ ਪਰ ਲੋੜ ਹੈ ਮੁਕਾਬਲੇ ਤੋਂ ਪਹਿਲਾਂ ਤਿਆਰੀ ਲਈ ਮੱਦਦ ਕੀਤੀ ਜਾਵੇ।ਖੇਡ ਮੰਤਰੀ ਨੇ ਦੱਸਿਆ ਕਿ ਕੌਮੀ ਪੱਧਰ ਦੇ ਸੀਨੀਅਰ ਤੇ ਜੂਨੀਅਰ ਮੁਕਾਬਲਿਆਂ ਦੇ ਤਮਗ਼ਾ ਜੇਤੂਆਂ ਨੂੰ ਹਰ ਮਹੀਨੇ ਵਜ਼ੀਫਾ ਦੇਣ ਲਈ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ ਕੀਤੀ ਗਈ ਹੈ। ਮੀਟਿੰਗ ਵਿੱਚ ਇਹ ਵਿਚਾਰ ਕੀਤਾ ਗਿਆ ਕਿ ਇਸ ਦਾ ਦਾਇਰਾ ਵਧਾਇਆ ਜਾਵੇ ਅਤੇ ਵਜ਼ੀਫ਼ਾ ਰਾਸ਼ੀ ਵੀ ਵਧਾਈ ਜਾਵੇ। ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੇ ਤਮਗ਼ੇ ਅਨੁਸਾਰ ਨੌਕਰੀ ਦੇਣ ਨੂੰ ਤਰਜੀਹ ਦਿੱਤੀ ਜਾਵੇਗੀ। ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਤਰਜ਼ ਉਤੇ ਕੋਚਾਂ ਲਈ ਐਵਾਰਡ ਸ਼ੁਰੂ ਕੀਤਾ ਜਾਵੇਗਾ। ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਤਿਆਰ ਵਾਲੇ ਕੋਚਾਂ ਨੂੰ ਵੀ ਅਣਗੌਲਿਆ ਨਹੀਂ ਕੀਤਾ ਜਾਵੇਗਾ। ਕਾਲਜਾਂ-ਯੂਨੀਵਰਸਿਟੀਆਂ ਵਿੱਚ ਖੇਡ ਮੁਕਾਬਲਿਆਂ ਦਾ ਪੱਧਰ ਉਚਾ ਚੁੱਕਣ ਲਈ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਅੰਤਰ ‘ਵਰਸਿਟੀ ਖੇਡ ਮੁਕਾਬਲੇ ਕਰਵਾਏ ਜਾਣਗੇ।ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਲਈ ਲੰਬੇ ਸਮੇਂ ਦੀਆਂ ਯੋਜਨਾਵਾਂ ਦਾ ਖਾਕਾ ਉਲੀਕਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਨੀਤੀ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ। ਉਹ ਨਿਰੰਤਰ ਇਸ ਦੀਆਂ ਮੀਟਿੰਗਾਂ ਕਰਕੇ ਇਕ-ਇਕ ਨੁਕਤੇ ਉਤੇ ਮਾਹਿਰਾਂ ਨਾਲ ਵਿਚਾਰ ਕਰ ਰਹੇ ਹਨ। ਜਲਦ ਹੀ ਨਵੀਂ ਖੇਡ ਨੀਤੀ ਜਾਰੀ ਕੀਤੀ ਜਾਵੇਗੀ।ਮੀਟਿੰਗ ਵਿੱਚ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ, ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ.ਚੀਮਾ, ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਿਪਟੀ ਡਾਇਰੈਕਟਰ ਲਲਿਤ ਲੋਹਾਨੀ, ਡਾਇਰੈਕਟਰ ਉਚੇਰੀ ਸਿੱਖਿਆ ਪਰਮਜੀਤ ਸਿੰਘ, ਡਿਪਟੀ ਡਾਇਰੈਕਟਰ (ਕਾਲਜਾਂ) ਡਾ.ਅਸ਼ਵਨੀ ਭੱਲਾ, ਡਿਪਟੀ ਡਾਇਰੈਕਟਰ (ਸਕੂਲਾਂ) ਸੁਨੀਲ ਕੁਮਾਰ ਤੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਹਾਜ਼ਰ ਸਨ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ “ਭਾਰਤ ਦੀ ਸ਼ਾਨ ਡਾਇਮੰਡ ਐਵਾਰਡ” ਜੇਤੂ ਦਲੇਰ ਖ਼ਾਲਸਾ ਗੱਤਕਾ ਗਰੁੱਪ ਸਨਮਾਨਿਤ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਮਾਰਚ:ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ “ਭਾਰਤ ਦੀ ਸ਼ਾਨ ਡਾਇਮੰਡ ਐਵਾਰਡ” ਜੇਤੂ ਇੰਟਰਨੈਸ਼ਨਲ ਦਲੇਰ ਖ਼ਾਲਸਾ ਗੱਤਕਾ ਗਰੁੱਪ ਦੇ ਮੈਂਬਰਾਂ ਦਾ ਉਚੇਚਾ ਸਨਮਾਨ ਕੀਤਾ ਗਿਆ।ਡਿਪਟੀ ਸਪੀਕਰ ਨੇ ਦੇਸ਼ਾਂ-ਵਿਦੇਸ਼ਾਂ ਵਿੱਚ ਧਾਕ ਜਮਾਉਣ ਅਤੇ ਵੱਕਾਰੀ ਸਨਮਾਨ ਪ੍ਰਾਪਤ ਕਰਨ ਵਾਲੇ ਗੱਤਕਾ ਗਰੁੱਪ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦੀ ਸ਼ਾਨ ਐਵਾਰਡ ਅਤੇ ਡਾਇਮੰਡ ਜੇਤੂ ਗੱਤਕਾ ਗਰੁੱਪ ਨੇ ਪੰਜਾਬ ਦੀ ਸ਼ਾਨ ਵਧਾਈ ਹੈ ਜਿਸ ਲਈ ਸਮੂਹ ਮੈਂਬਰ ਵਧਾਈ ਦੇ ਪਾਤਰ ਹਨ।ਉਨ੍ਹਾਂ ਗੱਤਕਾ ਗਰੁੱਪ ਦੇ ਮੈਂਬਰਾਂ ਦੀ ਚੜ੍ਹਦੀਕਲਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਹੁਨਰ ਦੀ ਕਮੀ ਨਹੀਂ ਹੈ ਅਤੇ ਹੁਨਰ ਨੂੰ ਪਛਾਨਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਸ਼ਲਾਘਾਯੋਗ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨਿਰੰਤਰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਮੱਲਾਂ ਮਾਰੇਗਾ ਅਤੇ ਦੇਸ਼ਾਂ-ਵਿਦੇਸ਼ਾਂ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਹੋਵੇਗੀ।ਇਸ ਮੌਕੇ ਹਲਕਾ ਨਵਾਂ ਸ਼ਹਿਰ ਦੇ ਵਿਧਾਇਕ ਡਾ. ਨਛੱਤਰ ਪਾਲ, ਡਾ. ਕਸ਼ਮੀਰ ਸਿੰਘ ਢਿੱਲੋਂ, ਸ. ਹਰਦੀਪ ਸਿੰਘ ਕਲਮ ਗਹੂੰਣ, ਸ. ਚਰਨਜੀਤ ਸਿੰਘ ਚੰਨੀ, ਸ. ਬਲਵੀਰ ਸਿੰਘ ਬਿੱਲਾ ਖੜੌਦੀ, ਦਲੇਰ ਖ਼ਾਲਸਾ ਗੱਤਕਾ ਗਰੁੱਪ ਦੇ ਜਥੇਦਾਰ ਨਾਨਕ ਸਿੰਘ, ਸ. ਰਣਵੀਰ ਸਿੰਘ, ਸ. ਸੁਖਦੇਵ ਸਿੰਘ ਸੁੱਖਾ ਬਾਬਾ, ਸ. ਪਰਮਵੀਰ ਸਿੰਘ ਲੱਭੀ, ਸ. ਬਲਜੋਤ ਸਿੰਘ, ਸ. ਗੁਰਸੇਵਕ ਸਿੰਘ ਅਤੇ ਇੰਟਰਨੈਸ਼ਨਲ ਦਲੇਰ ਖ਼ਾਲਸਾ ਗਰੁੱਪ ਦੇ ਮੈਂਬਰ ਹਾਜ਼ਰ ਸਨ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਾਂਗੇ- ਖੇਤੀਬਾੜੀ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਮਾਰਚ:ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 4 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਅਤੇ ਗਾਰੰਟੀਆਂ ਪੰਜਾਬ ਵਾਸੀਆਂ ਨਾਲ ਕੀਤੀਆਂ ਹਨ, ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤੇ ਜਾਣ ਲਈ ਸਾਰਥਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਹੜੇ 4 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਦੇ ਨਾਂ ਜਸਕਰਨ ਸਿੰਘ ਪੁੱਤਰ ਕੁਲਵੰਤ ਸਿੰਘ ਪਿੰਡ ਅੰਨੀਆ, ਅਮਲੋਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਅਮਨਦੀਪ ਕੌਰ ਪੁੱਤਰੀ ਜਗਤਾਰ ਸਿੰਘ ਪਿੰਡ ਧਲੇਵਾਂ ਜ਼ਿਲ੍ਹਾ ਮਾਨਸਾ, ਛਿੰਦਰਪਾਲ ਕੌਰ ਪੁੱਤਰੀ ਗੁਰਮੇਲ ਸਿੰਘ ਪਿੰਡ ਜਟਾਣਾ ਕਲਾਂ, ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਅਤੇ ਇਕਬਾਲ ਸਿੰਘ ਪੁੱਤਰ ਜਗਜੀਤ ਸਿੰਘ ਪਿੰਡ ਬੱਲੂਆਣਾ ਜ਼ਿਲ੍ਹਾ ਬਠਿੰਡਾ ਸ਼ਾਮਲ ਹਨ। ਇਨ੍ਹਾਂ ਉਮੀਦਵਾਰਾਂ ਨੂੰ ਗਰੁੱਪ ਸੀ ਵਿਚ ਕਲਰਕ ਦੀ ਨੌਕਰੀ ਦਿੱਤੀ ਗਈ ਹੈ। ਨਿਯੁਕਤੀ ਪੱਤਰਾਂ ਦੀ ਵੰਡ ਮੌਕੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਵੀ ਹਾਜ਼ਰ ਸਨ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਕਿਰਸਾਨੀ ਨੂੰ ਬਚਾਉਣ ਲਈ ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਦੇ ਜਿਹੜੇ ਵੀ ਕਿਸਾਨ ਸ਼ਹੀਦ ਹੋਏ ਸਨ, ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਆਪਣੀ ਇਹ ਜ਼ਿੰਮੇਵਾਰੀ ਪੰਜਾਬ ਸਰਕਾਰ ਬਾਖੂਬੀ ਨਿਭਾਅ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੀ ਕਿਸਾਨੀ ਨੂੰ ਜ਼ਿਆਦਾ ਲਾਹੇਵੰਦ ਬਣਾਉਣ ਲਈ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਯਤਨਸ਼ੀਲ ਹੈ।

Our Visitor

1911083