Friday, May 22, 2026
Home Blog Page 2193

ਰਿਸ਼ਵਤ ਮਾਮਲੇ ’ਚ ਅਦਾਲਤ ਨੇ ਵਿਧਾਇਕ ਅਮਿਤ ਰਤਨ ਨੂੰ ਮੁੜ 2 ਮਾਰਚ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ

0

ਵਿਜੀਲੈਂਸ ਦਾ ਦਾਅਵਾ, ਵਿਧਾਇਕ ਨਹੀਂ ਕਰ ਰਿਹਾ ਸਹਿਯੋਗ
ਸੁਖਜਿੰਦਰ ਮਾਨ
ਬਠਿੰਡਾ, 27 ਫਰਵਰੀ:-ਲੰਘੀ 16 ਫ਼ਰਵਰੀ ਨੂੰ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦਰਜ਼ ਕੇਸ ਵਿਚ ਵਿਜੀਲੈਂਸ ਬਿਉਰੋ ਵਲੋਂ 22 ਫ਼ਰਵਰੀ ਦੀ ਅੱਧੀ ਰਾਤ ਨੂੰ ਗ੍ਰਿਫਤਾਰ ਕੀਤੇ ਆਪ ਵਿਧਾਇਕ ਅਮਿਤ ਰਤਨ ਨੂੰ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮਾਣਯੋਗ ਦਲਜੀਤ ਕੌਰ ਦੀ ਅਦਾਲਤ ਨੇ ਵਿਧਾਇਕ ਨੂੰ ਮੁੜ 2 ਮਾਰਚ ਤੱਕ ਵਿਜੀਲੈਂਸ ਦੀ ਹਿਰਾਸਤ ਵਿਚ ਭੇਜ ਦਿੱਤਾ। ਇਸ ਦੌਰਾਨ ਵਿਜੀਲੈਂਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਵਿਧਾਇਕ ਪੁਛਗਿਛ ਦੌਰਾਨ ਸਹਿਯੋਗ ਨਹੀਂ ਕਰ ਰਿਹਾ। ਇਸ ਕੇਸ ਵਿਚ ਮੌਕੇ ਤੋਂ ਹੀ ਗ੍ਰਿਫਤਾਰ ਕੀਤੇ ਗਏ ਪੀਏ ਰਿਸ਼ਮ ਗਰਗ ਮੌਜੂਦਾ ਸਮੇਂ ਜੇਲ੍ਹ ਵਿਚ ਬੰਦ ਹੈ। ਪਤਾ ਲੱਗਿਆ ਹੈ ਕਿ ਵਿਜੀਲੈਂਸ ਵਲੋਂ ਵਿਧਾਇਕ ਦੀ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਜਲਦੀ ਹੀ ਵਿਜੀਲੈਂਸ ਵਿਧਾਇਕ ਨੂੰ ਚੰਡੀਗੜ੍ਹ ਲਿਜਾ ਸਕਦੀ ਹੈ। ਇਸਤੋਂ ਇਲਾਵਾ ਹਲਕੇ ਵਿਚੋਂ ਪੈਸੇ ਇਕੱਠੇ ਕਰਨ ਦੀਆਂ ਆਈਆਂ ਸਿਕਾਇਤਾਂ ਦੀ ਪੜਤਾਲ ਵੀ ਨਾਲੋ-ਨਾਲ ਜਾਰੀ ਹੈ। ਉਂਜ ਇਸ ਦੌਰਾਨ ਵਿਜੀਲੈਂਸ ਨੇ ਕੋਈ ਖ਼ੁਲਾਸਾ ਨਹੀਂ ਕੀਤਾ ਹੈ। ਗੌਰਤਲਬ ਹੈ ਕਿ ਵਿਜੀਲੈਂਸ ਬਿਊਰੋ ਕੋਲ ਬਠਿੰਡਾ ਦਿਹਾਤੀ ਹਲਕੇ ਦੇ ਅਧੀਨ ਆਉਂਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਉਰਫ਼ ਕਾਕਾ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਦੋਸ਼ ਲਗਾਇਆ ਸੀ ਕਿ ਗ੍ਰਾਮ ਪੰਚਾਇਤ ਘੁੱਦਾ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਸੰਮਤੀ ਰਾਹੀਂ ਪ੍ਰਾਪਤ 25 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਨੂੰ ਬੀਡੀਪੀਓ ਤੋਂ ਰਿਲੀਜ ਕਰਾਉਣ ਬਦਲੇ ਉਕਤ ਮੁਲਜ਼ਮ ਉਸ ਕੋਲੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ’ਤੇ ਕਾਇਮ ਰੱਖਾਂਗੇ-ਮੁੱਖ ਮੰਤਰੀ

ਸਰਹੱਦ ਪਾਰ ਤੋਂ ਫੰਡ ਹਾਸਲ ਕਰਨ ਵਾਲੇ ਕੁਝ ਲੋਕ ਸੂਬੇ ਵਿਚ ਸ਼ਾਂਤੀ ਤੇ ਵਿਕਾਸ ਨੂੰ ਲੀਹੋਂ ਲਾਹੁਣ ਦੇ ਮਨਸੂਬੇ ਘੜ ਰਹੇ ਹਨ
ਦੇਸ਼ ਭਰ ਦੇ ਰਾਜ ਭਵਨ ਭਾਜਪਾ ਦੇ ਹੈੱਡਕੁਆਰਟਰਾਂ ਵਿਚ ਤਬਦੀਲ ਹੋਏ
ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਨਾਲ ਆਮ ਆਦਮੀ ਪਾਰਟੀ ਡਰਨ ਵਾਲੀ ਨਹੀਂ
ਪੰਜਾਬੀ ਖ਼ਬਰਸਾਰ ਬਿਉਰੋ
ਭਾਵਨਗਰ (ਗੁਜਰਾਤ), 26 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਹਰ ਕੀਮਤ ਉਤੇ ਕਾਇਮ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਸੂਬੇ ਵਿਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਇੱਥੋਂ ਦੇ ਲੋਕਾਂ ਨੂੰ ਅਤੀਤ ਵਿਚ ਕਾਲੇ ਦੌਰ ਦੀ ਬਹੁਤ ਵੱਡੀ ਕੀਮਤ ਚੁਕਾਉਣੀ ਪਈ ਹੈ ਜਿਸ ਕਰਕੇ ਲੋਕ ਸ਼ਾਂਤੀ ਅਤੇ ਵਿਕਾਸ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕੁਝ ਫੁੱਟਪਾਊ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਨੂੰ ਲੀਹੋਂ ਲਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀਆਂ ਹਨ ਪਰ ਅਜਿਹੇ ਲੋਕਾਂ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ।ਮੁੱਖ ਮੰਤਰੀ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਪੁਲਿਸ ਥਾਣੇ ਵਿਚ ਦਾਖਲ ਹੋਣ ਲਈ ਸ਼ਰਮਨਾਕ ਢੰਗ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸਰਾ ਲੈਣ ਵਾਲੇ ਲੋਕ ਪੰਜਾਬ ਦੇ ਵਾਰਸ ਨਹੀਂ ਹੋ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨਾ-ਮੁਆਫੀਯੋਗ ਅਪਰਾਧ ਹੈ ਜਿਸ ਦੀ ਸਾਰਿਆਂ ਵੱਲੋਂ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਪਾਵਨ ਗ੍ਰੰਥ ਨੂੰ ਢਾਲ ਬਣਾ ਕੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਬਜਾਏ ਪ੍ਰੇਰਨਾ ਲੈਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਸਰਹੱਦ ਪਾਰ ਤੋਂ ਫੰਡ ਹਾਸਲ ਕਰਕੇ ਸੂਬੇ ਦੀ ਸ਼ਾਂਤੀ ਤੇ ਤਰੱਕੀ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਸੂਬੇ ਨੂੰ ਤਬਾਹ ਕਰਨ ਦੇ ਮਨਸੂਬੇ ਨਾਲ ਪਾਕਿਸਤਾਨ ਦੇ ਹੱਥਾਂ ਵਿੱਚ ਕਠਪੁਤਲੀਆਂ ਬਣ ਕੇ ਨੱਚ ਰਹੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬੇ ਦੀ ਉਪਜਾਊ ਧਰਤੀ ’ਤੇ ਨਫ਼ਰਤ ਅਤੇ ਫੁੱਟ ਨੂੰ ਛੱਡ ਕੇ ਹੋਰ ਕੁਝ ਵੀ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਠੀਕ ਹੈ ਜਿਸ ਕਾਰਨ ਦੁਨੀਆਂ ਭਰ ਦੀਆਂ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਉਣ ਵਾਲੇ ਛੇ ਮਹੀਨਿਆਂ ਦੌਰਾਨ ਪੰਜਾਬ ਹਰ ਖੇਤਰ ਵਿੱਚ ਤਰੱਕੀ ਕਰੇਗਾ।ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਨਿਯੁਕਤ ਰਾਜਪਾਲ ਸਬੰਧਤ ਸੂਬਿਆਂ ਵਿੱਚ ਭਗਵਾਂ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਚੁਣੀਆਂ ਹੋਈਆਂ ਸਰਕਾਰਾਂ ਨੂੰ ‘ਤਾਨਸ਼ਾਹੀ ਢੰਗ ਨਾਲ ਹੁਕਮ ਚਾੜ੍ਹਨ’ ਲਈ ਰਾਜ ਭਵਨ ਭਾਜਪਾ ਦੇ ਮੁੱਖ ਦਫ਼ਤਰ ਬਣ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਲੋਕਤੰਤਰ ਵਿੱਚ ਕੇਂਦਰ ਵੱਲੋਂ ਨਿਯੁਕਤ ਕੀਤੇ ਵਿਅਕਤੀ ਨਹੀਂ ਸਗੋਂ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਹੀ ਸਰਵਉਚ ਹੁੰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਰਵਾਇਤੀ ਪਾਰਟੀਆਂ ਫੁੱਟ ਪਾਊ ਏਜੰਡੇ ਤਹਿਤ ਵੋਟਾਂ ਮੰਗਦੀਆਂ ਸਨ। ਉਨ੍ਹਾਂ ਕਿਹਾ ਕਿ ਸਿਆਸੀ ਖੇਤਰ ਵਿਚ ’ਆਪ’ ਦੇ ਦਾਖਲੇ ਤੋਂ ਬਾਅਦ ਰਾਜਨੀਤਿਕ ਪ੍ਰਣਾਲੀ ਵਿੱਚ ਵਰਨਣਯੋਗ ਬਦਲਾਅ ਦੇਖਿਆ ਗਿਆ ਹੈ, ਜਿਸ ਨੇ ਰਵਾਇਤੀ ਪਾਰਟੀਆਂ ਨੂੰ ਆਪਣਾ ਏਜੰਡਾ ਮੁੜ ਤੈਅ ਕਰਨ ਲਈ ਮਜਬੂਰ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਯਤਨਾਂ ਸਦਕਾ ਪਹਿਲੀ ਵਾਰ ਏਜੰਡਾ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ’ਤੇ ਆਧਾਰਿਤ ਹੈ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ’ਆਪ’ ਬਹਾਦਰ ਲੋਕਾਂ ਦੀ ਪਾਰਟੀ ਹੈ ਜੋ ਲੋਕ ਭਲਾਈ ਲਈ ਕੁਝ ਵੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਬਿਨਾਂ ਕਿਸੇ ਡਰ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ’ਆਪ’ ਅਤੇ ਇਸ ਦੇ ਆਗੂਆਂ ’ਤੇ ਸਫਲ ਨਹੀਂ ਹੋਣ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਅਤੇ ਸਾਡੇ ਮਹਾਨ ਕੌਮੀ ਆਗੂਆਂ ਦੇ ਸੁਪਨੇ ਸਾਕਾਰ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 11 ਮਹੀਨਿਆਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਤੱਕ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਰਕਾਰ ਦੇ ਬਣਨ ਦੇ ਪਹਿਲੇ ਕੁਝ ਮਹੀਨਿਆਂ ਵਿੱਚ ਹੀ 26,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਾਰੀ ਭਰਤੀ ਨਿਰੋਲ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਪੁਲਿਸ ਵਿੱਚ 2100 ਅਸਾਮੀਆਂ ਭਰਨ ਦੀ ਨਿਰਧਾਰਤ ਪ੍ਰਕਿਰਿਆ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਚਾਰ ਸਾਲਾਂ ਵਿੱਚ ਹਰ ਸਾਲ ਕਾਂਸਟੇਬਲਾਂ ਦੀਆਂ 1800 ਅਤੇ ਸਬ-ਇੰਸਪੈਕਟਰਾਂ ਦੀਆਂ 300 ਅਸਾਮੀਆਂ ਭਰਨ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਲੀਹ ’ਤੇ ਲਿਆਉਣ ’ਤੇ ਜ਼ੋਰ ਦੇ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਲੰਮੇ ਕੱਟ ਲੱਗਣ ਦੇ ਦਿਨ ਪੁੱਗ ਚੁੱਕੇ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣਨ ਵੱਲ ਵਧ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1 ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਹ ਬੜੀ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ 87 ਫੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਦ ਸਧਾਰਨ ਪਰਿਵਾਰ ਤੋਂ ਹਨ ਅਤੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਨ੍ਹਾਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਡੇ ਯਤਨਾਂ ਸਦਕਾ ਉੱਦਮੀਆਂ ਨੇ ਸੂਬੇ ਵਿੱਚ ਨਿਵੇਸ਼ ਲਈ ਭਾਰੀ ਉਤਸ਼ਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਸਟੀਲ ਦੀ ਪ੍ਰਸਿੱਧ ਕੰਪਨੀ ਟਾਟਾ ਸਟੀਲ ਨੇ ਵੀ ਸੂਬੇ ਵਿੱਚ ਨਿਵੇਸ਼ ਕੀਤਾ ਹੈ ਜੋ ਜਮਸ਼ੇਦਪੁਰ ਤੋਂ ਬਾਅਦ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਲੁਧਿਆਣਾ ਵਿਖੇ ਸਥਾਪਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਈ ਆਲਮੀ ਕੰਪਨੀਆਂ ਵੀ ਵੱਡੇ ਪੱਧਰ ’ਤੇ ਨਿਵੇਸ਼ ਕਰਨ ਲਈ ਆ ਰਹੀਆਂ ਹਨ।ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਪਹਿਲਾਂ ਉਦਯੋਗ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ ’ਤੇ ਦਸਤਖਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ ’ਤੇ ਦਸਤਖਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਚੰਗੀ ਤਰ੍ਹਾਂ ਤਿਆਰੀ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋ ਜਾਵੇਗੀ।

ਸੂਚਨਾ ਦੇ ਅਧਿਕਾਰ ਤਹਿਤ ਜਾਣਕਾਰੀ ਨਾਂ ਦੇਣ ਵਾਲੇ ਐਸ.ਐਚ.ਓ ਨੂੰ ਪੰਜ ਹਜ਼ਾਰ ਦਾ ਕੀਤਾ ਜੁਰਮਾਨਾ

0

ਸੂਚਨਾ ਮੰਗਣ ਵਾਲੇ ਕੀਤੀ ਸੀ ਪੰਜਾਬ ਰਾਜ ਸੂਚਨਾ ਕਮਿਸ਼ਨ ਕੋਲ ਸਿਕਾਇਤ
ਸੁਖਜਿੰਦਰ ਮਾਨ
ਬਠਿੰਡਾ, 26 ਫਰਵਰੀ : ਸੂਚਨਾ ਦੇ ਅਧਿਕਾਰ ਤਹਿਤ ਮੰਗੀ ਜਾਣਕਾਰੀ ਮੁਹੱਈਆਂ ਨਾਂ ਕਰਨ ਵਾਲੇ ਥਾਣਾ ਰਾਮਪੁਰਾ ਦੇ ਐਸ.ਐਚ.ਓ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਨੇ ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ। ਸਿਕਾਇਤਕਰਤਾ ਸੰਜੀਵ ਗੋਇਲ ਵਲੋਂ ਦਾਈਰ ਕੀਤੀ ਪਿਟੀਸ਼ਨ ਦਾ ਫੈਸਲਾ ਕਰਦਿਆਂ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੇ ਅਪੀਲ ਕੇਸ ਨੰਬਰ 4960 ਆਫ 2021 ਵਿੱਚ ਮੰਗੀ ਗਈ ਪੂਰੀ ਅਤੇ ਸਹੀ ਜਾਣਕਾਰੀ ਪੁਲਿਸ ਥਾਣਾ ਰਾਮਪੁਰਾ ਜ਼ਿਲ੍ਹਾ ਬਠਿੰਡਾ ਵਲੋਂ ਨਾ ਦੇਣ ਅਤੇ 2 ਅਦਾਲਤੀ ਸੁਣਵਾਈਆਂ ਵਿੱਚ ਗੈਰ-ਹਾਜ਼ਰ ਰਹਿਣ ਦੇ ਚੱਲਦੇ ਇਹ ਹੁਕਮ ਸੁਣਾਇਆ ਹੈ। ਇਸ ਸਬੰਧ ਵਿਚ ਕਮਿਸ਼ਨਰ ਦੀ ਤਰਫੋਂ ਲੋਕ ਸੂਚਨਾ ਅਫਸਰ-ਕਮ-ਐਸ.ਐਚ.ਓ. ਪੁਲਿਸ ਥਾਣਾ ਰਾਮਪੁਰਾ ਦੀ ਤਨਖਾਹ ਵਿਚੋਂ ਪੰਜ ਹਜ਼ਾਰ ਦੀ ਕਟੌਤੀ ਕਰਕੇ ਸਰਕਾਰੀ ਖਜ਼ਾਨੇ ’ਚ ਜਮਾ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਅਪੀਲ ਮਾਮਲੇ ਦੀ ਅਗਲੀ ਸੁਣਵਾਈ 15 ਮਾਰਚ 2023 ਲਈ ਤੈਅ ਕੀਤੀ ਗਈ ਹੈ। ਇਸ ਸਬੰਧ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਿਕਾਇਤਕਰਤਾ ਸੰਜੀਵ ਗੋਇਲ ਨੇ ਦਸਿਆ ਕਿ ਉਕਤ ਥਾਣੇ ਦਾ ਅਧਿਕਾਰੀ 19 ਮਹੀਨਿਆਂ ਵਿੱਚ ਵੀ ਮੰਗੀ ਗਈ ਪੂਰੀ ਅਤੇ ਸਹੀ ਸੂਚਨਾ ਦੇਣ ਵਿੱਚ ਨਾਕਾਮ ਰਿਹਾ। ਜਿਸਦੇ ਚੱਲਦੇ ਉਸ ਵਲੋਂ ਕੀਤੀ ਅਪੀਲ ਦੇ ਆਧਾਰ ’ਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਚੰਡੀਗੜ੍ਹ ਵੱਲੋਂ 24 ਅਗਸਤ 2022 ਨੂੰ ਰੱਖੀ ਗਈ ਸੀ, ਜਿਸ ਵਿੱਚ ਥਾਣਾ ਰਾਮਪੁਰਾ ਜ਼ਿਲ੍ਹਾ ਬਠਿੰਡਾ ਦਾ ਕੋਈ ਵੀ ਸਬੰਧਤ ਪੁਲੀਸ ਅਧਿਕਾਰੀ ਇਸ ਕੇਸ ਵਿੱਚ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ 12 ਅਕਤੂਬਰ 2022 ਨੂੰ ਦੂਸਰੀ ਪੇਸ਼ੀ ਰੱਖੀ ਗਈ।ਦੂਜੀ ਪੇਸ਼ੀ ਮੌਕੇ ਵੀ ਥਾਣਾ ਰਾਮਪੁਰਾ ਜ਼ਿਲ੍ਹਾ ਬਠਿੰਡਾ ਦਾ ਕੋਈ ਵੀ ਸਬੰਧਤ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਪੇਸ਼ ਨਹੀਂ ਹੋਇਆ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਚੰਡੀਗੜ੍ਹ ਨੇ ਕਮਿਸ਼ਨਰ ਨੇ ਇਹ ਹੁਕਮ ਸੁਣਾਏ ਹਨ। ਸਿਕਾਇਤਕਰਤਾ ਮੁਤਾਬਕ ਉਸਦੇ ਵਲੋਂ ਥਾਣਾ ਰਾਮਪੁਰਾ ਦੇ ਮੁਖੀ ਨੂੰ ਇੱਕ ਆਰ.ਟੀ.ਆਈ. ਦਰਖਾਸਤ 29 ਜੁਲਾਈ 2021 ਨੂੰ ਭੇਜੀ ਗਈ ਸੀ, ਜਿਸ ਵਿੱਚ ਥਾਣਾ ਰਾਮਪੁਰਾ (ਬਠਿੰਡਾ) ਵਿਖੇ ਪਿਛਲੇ ਕੁਝ ਸਾਲਾਂ ਦੌਰਾਨ ਕੀਤੀ ਗਈ ਐਫ.ਆਈ.ਆਰ. ਅਤੇ ਡੀ.ਡੀ.ਆਰ. ਸਬੰਧੀ ਜਾਣਕਾਰੀ ਮੰਗੀ ਗਈ ਸੀ, ਜੋ ਵੀ ਕੇਸ ਆਦਿ ਸਾਲਾਂ ਦੌਰਾਨ ਐਫ.ਆਈ.ਆਰ.ਆਦਿ ਦੇ ਵੇਰਵਿਆਂ ਸਮੇਤ ਜਾਣਕਾਰੀ ਮੰਗੀ ਗਈ ਸੀ।

ਗੁਰੂਗ੍ਰਾਮ ਵਿਚ ਜੀ-20 ਦੀ ਮੇਜਬਾਨੀ ਦਾ ਪੂਰਾ ਸਾਲ ਦਿਖਣਾ ਚਾਹੀਦਾ ਹੈ ਜੋਸ਼ – ਦੁਸ਼ਯੰਤ ਚੌਟਾਲਾ

0

ਡਿਪਟੀ ਮੁੱਖ ਮੰਤਰੀ ਨੇ ਗੁਰੂਗ੍ਰਾਮ ਵਿਚ ਦਿਖਾਈ ਰਨ ਫਾਰ ਜੀ-20 ਨੂੰ ਹਰੀ ਝੰਡੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਫਰਵਰੀ : ਜੀ-20 ਦੇ ਅੇਂਟੀ ਕਰੱਪਸ਼ਨ ਵਰਕਿੰਗ ਗਰੁੱਪ ਦੀ ਇਕ ਤੋਂ ਚਾਰ ਮਾਰਚ ਤਕ ਹੋਣ ਵਾਲੀ ਮੀਟਿੰਗ ਦੀ ਮੇਜਬਾਨੀ ਨੂੰ ਲੈ ਕੇ ਸਾਈਬਰ ਸਿਟੀ ਗੁਰੂਗ੍ਰਾਮ ਵਿਚ ਉਤਸਾਹ ਨਜਰ ਆਉਣ ਲਗਿਆ ਹੈ। ਇਸੀ ਲੜੀ ਵਿਚ ਗੁਰੂਗ੍ਰਾਮ ਜਿਲ੍ਹਾ ਪ੍ਰਸਾਸ਼ਨ ਵੱਲੋਂ ਐਤਵਾਰ ਦੀ ਸਵੇਰੇ ਰਨ ਫਾਰ ਜੀ-20 ਤੇ ਰਾਹਗਿਰੀ ਇਵੇਂਟ ਦਾ ਪ੍ਰਬੰਧ ਕੀਤਾ ਗਿਆ। ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਲੇਜਰ ਵੈਲੀ ਗਰਾਉਂਡ ਤੋਂ ਰਨ ਫਾਰ ਜੀ-20 ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਵਪਾਰ ਕੇਂਦਰ ਮਾਰਗ ’ਤੇ ਪ੍ਰਬੰਧਿਤ ਰਾਹਗਿਰੀ ਵਿਚ ਮੁੱਖ ਮਹਿਮਾਨ ਵਜੋ ਭਾਗੀਦਾਰੀ ਕੀਤੀ। ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਸ੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਡਿਪਟੀ ਮੁੱਖ ਦਾ ਗੁਰੂਗ੍ਰਾਮ ਪਹੁੰਚਣ ’ਤੇ ਸਵਾਗਤ ਕੀਤਾ। ਸ੍ਰੀ ਦੁਸ਼ਯੰਤ ਚੌਟਾਲਾ ਨੇ ਰਨ ਫਾਰ ਜੀ-20 ਵਿਚ ਆਈ ਨੌਜੁਆਨਾਂ ਦੀ ਭੀੜ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਕਾਰਨ ਭਾਰਤ ਨੂੰ ਦੁਨੀਆ ਦੀ ਵੱਡੀ ਅਰਥਵਿਵਸਥਾਵਾਂ ਵਾਲੇ ਦੇਸ਼ਾਂ ਦੇ ਸਮੂਹ ਜੀ-20 ਦੀ ਅਗਵਾਈ ਮਿਲੀ ਹੈ। ਜੀ-20 ਦੇ ਏਂਟੀ ਕਰੱਪਸ਼ਨ ਵਰਕਿੰਗ ਗਰੁੱਪ ਦੀ ਮੀਟਿੰਗ ਇਕ ਮਾਰਚ ਤੋ ਗੁਰੂਗ੍ਰਾਮ ਵਿਚ ਹੋਵੇਗੀ। ਦੇਸ਼ ਦੀ ਇਹ ਉਪਲਬਧੀ ਸਾਡੇ ਸਾਰਿਆਂ ਲਈ ਮਾਣ ਦੀ ਗਲ ਹੈ। ਗੁਰੂਗ੍ਰਾਮ ਨੂੰ ਮਿਲੀ ਮੇਜਬਾਨੀ ਦਾ ਜੋਸ਼ ਸਾਡੇ ਸਾਰਿਆਂ ਵਿਚ ਨਜਰ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਰਨ ਫਾਰ ਜੀ-20 ਦੇ ਪ੍ਰਤੀਭਾਗੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਮੈਰਾਧਨ ਵਿਚ ਹਿੱਸਾ ਲੈਣ ਦਾ ਜੋਸ਼ ਪੂਰੇ ਸਾਲ ਬਣਿਆ ਰਹਿਣਾ ਚਾਹੀਦਾ ਹੈ ਤਾਂ ਜੋ ਪੂਰੀ ਦੁਨੀਆ ਵਿਚ ਗੁਰੂਗ੍ਰਾਮ ਦੀ ਮੇਜਬਾਨੀ ਦਾ ਸੰਦੇਸ਼ ਪਹੁੰਚ ਸਕੇ। ਉਨ੍ਹਾਂ ਨੇ ਰਨ ਫਾਰ ਜੀ-20 ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਨ ਫਾਰ ਜੀ-20 ਮੈਰਾਥਨ ਵਿਚ ਹਰ ਉਮਰ ਵਰਗ ਦੇ ਪ੍ਰਤੀਭਾਗੀਆਂ ਨੇ ਭਾਗੀਦਾਰੀ ਕੀਤੀ। ਇਸ ਤੋਂ ਬਾਅਦ ਡਿਪਟੀ ਮੁੱਖ ਮੰਤਰੀ ਵਪਾਰ ਕੇਂਦਰ ਮਾਰਗ ਸਥਿਤ ਰਾਹਗਿਰੀ ਇਵੇਂਟ ਵਿਚ ਮੁੱਖ ਮਹਿਮਾਨ ਵਜੋ ਪਹੁੰਚੇ। ਜੀ-20 ਸਮੇਲਨ ਨੂੰ ਲੈ ਕੇ ਸਾਈਬਰ ਸਿਟੀ ਵਿਚ ਜਾਗਰੁਕਤਾ ਪ੍ਰੋਗ੍ਰਾਮ ਦੇ ਤਹਿਤ ਜਿਲ੍ਹਾ ਪ੍ਰਸਾਸ਼ਨ ਨੇ ਰਾਹਗਿਰੀ ਫਾਊਂਡੇਸ਼ਨ ਦੇ ਸਹਿਯੋਗ ਨਾਂਲ ਇਹ ਇਵੇਂਟ ਪ੍ਰਬੰਧਿਤ ਕੀਤਾ ਸੀ। ਡਿਪਟੀ ਮੁੱਖ ਮੰਤਰੀ ਨੇ ਰਾਹਗਿਰੀ ਇਵੇਂਟ ਵਿਚ ਡਿਪਟੀ ਕਮਿਸ਼ਨਰ ਸ੍ਰੀ ਨਿਸ਼ਾਂਤ ਕੁਮਾਰ ਯਾਦਵ ਦੇ ਨਾਲ ਬੈਡਮਿੰਟਨ ਵੀ ਖੇਡਿਆ। ਇਸ ਦੇ ਨਾਲ ਹੀ ਰੱਸਾਕੱਸੀ ਦੇ ਮੁਕਾਬਲੇ ਵਿਚ ਵੀ ਹਿੱਸਾ ਲਿਆ। ਉਨ੍ਹਾਂ ਨੇ ਮੰਚ ਤੋਂ ਗੁਰੂਗ੍ਰਾਮ ਤੋਂ ਸ਼ੁਰੂ ਹੋਏ ਰਾਹਗਿਰੀ ਇਵੇਂਟ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹੁਣ ਇਹ ਪ੍ਰੋਗ੍ਰਾਮ ਪੂਰੇ ਦੇਸ਼ ਵਿਚ ਪ੍ਰਸਿੱਦ ਹੈ। ਗੁਰੂਗ੍ਰਾਮ ਨੂੰ ਹੈਪਨਿੰਗ ਤੇ ਖੁਸ਼ਹਾਲ ਬਨਾਉਣ ਲਈ ਰਾਹਗਿਰੀ ਦੀ ਟੀਮ ਅੱਗੇ ਵੀ ਇਸੀ ਜੋਸ਼ ਨਾਲ ਕੰਮ ਕਰਦੀ ਰਹੀ। ਇਸ ਇਵੇਂਟ ਨੂੰ ਸਫਲ ਬਨਾਉਣ ਵਿਚ ਰੇਜੀਡੇਂਟਸ ਦੀ ਭੁਮਿਕਾ ਮਹਤੱਵਪੂਰਣ ਹੈ। ਇਸ ਇਵੇਂਟ ਰਾਹੀਂ ਗੁਰੂਗ੍ਰਾਮ ਤੋਂ ਪੂਰੀ ਦੁਨੀਆ ਵਿਚ ਹੈਪੀਨਿੰਗਸ, ਹੈਲਦੀ ਲਾਇਫ ਸਟਾਇਲ ਤੇ ਖ-ਸ਼ਹਾਲੀਦਾ ਸੰਦੇਸ਼ ਪਹੁੰਚਣਾ ਚਾਹੀਦਾ ਹੈ।ਰਨ ਫਾਰ ਜੀ-20 ਤੇ ਰਾਹਗਿਰੀ ਵਿਚ ਵੱਡੀ ਗਿਣਤੀ ਵਿਚ ਸਾਈਬਰ ਸਿਟੀ ਦੇ ਰੇਜੀਡੇਂਟਸ ਨੇ ਭਾਗੀਦਾਰੀ ਕੀਤੀ। ਰਨ ਫਾਰ ਜੀ-20 ਵਿਚ ਭਾਗੀਦਾਰੀ ਕਰਨ ਵਾਲਿਆ ਪ੍ਰਤੀਭਾਗੀ ਲੇਜਰ ਵੈਲੀ ਗਰਾਉਂਡ ਤੋਂ ਵਪਾਰ ਕੇਂਦਰ ਮਾਰਗ ’ਤੇ ਪ੍ਰਬੰਧਿਤ ਰਾਹਗਿਰੀ ਵਿਚ ਪਹੁੰਚੇ। ਰਾਹਗਿਰੀ ਵਿਚ ਨਗਾੜਾ, ਪਾਰਟੀ , ਏਰੋਬਿਕਸ, ਜੁੰਬਾ, ਰੋਡ ਸੇਫਟੀ, ਪੇਟਿੰਗ, ਕਠਪੁਤਲੀ , ਜਿਮਨਾਸਟਿਕ, ਰੱਸਾਕੱਸੀ, ਬੈਡਮਿੰਟਨ ਆਦਿ ਖੇਡਾਂ ਨਾਲ ਜੁੜੀਆਂ ਗਤੀਵਿਧੀਆਂ ਦੇ ਨਾਂਲ-ਨਾਲ ਰੈਡਕ੍ਰਾਸ, ਕਲਾਗ੍ਰਾਮ ਆਦਿ ਸੰਗਠਨਾਂ ਦੀ ਭੂਮਿਕਾ ਸ਼ਲਾਘਾਯੋਗ ਰਹੀ।

ਐਸ.ਐਸ.ਡੀ. ਗਰਲਜ਼ ਕਾਲਜ ‘ਚ ਸਲਾਨਾ ਅਥਲੈਟਿਕਸ ਮੀਟ ਕਰਵਾਈ

0

ਸੁਖਜਿੰਦਰ ਮਾਨ
ਬਠਿੰਡਾ,26 ਫਰਵਰੀ :ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਸਲਾਨਾ ਅਥਲੈਟਿਕਸ ਮੀਟ ਕਰਵਾਈ ਗਈ । ਇਸ ਦੌਰਾਨ ਐਸ.ਡੀ.ਐਮ. ਵਰਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਐਸ.ਐਸ.ਡੀ. ਗਰੁੱਪ ਆਫ ਗਰਲਜ਼ ਕਾਲਜਿਜ਼ ਦੇ ਪ੍ਰਧਾਨ ਸੀਨੀਅਰ ਐਡਵੋਕੇਟ ਸੰਜੈ ਗੋਇਲ, ਐਸ.ਐਸ.ਡੀ. ਗਰਲਜ਼ ਕਾਲਜ ਦੇ ਸਕੱਤਰ ਸ਼ਤੀਸ ਅਰੋੜਾ, ਐਸ.ਐਸ.ਡੀ.ਵਿਟ ਦੇ ਸੀਨੀਅਰ ਮੀਤ ਪ੍ਰਧਾਨ ਕ੍ਰਿਸ਼ਨ ਬਾਂਸਲ, ਐਸ.ਐਸ.ਡੀ.ਵਿਟ ਦੇ ਮੀਤ ਪ੍ਰਧਾਨ ਅਜੈ ਗੁਪਤਾ, ਐਸ.ਐਸ.ਡੀ.ਬੀ.ਐੱਡ ਦੇ ਮੀਤ ਪ੍ਰਧਾਨ ਦਵਿੰਦਰ ਗਰੋਵਰ,ਐਸ.ਐਸ.ਡੀ.ਵਿਟ ਦੇ ਸਕੱਤਰ ਵਿਕਾਸ ਗਰਗ, ਐਸ.ਐਸ.ਡੀ. ਗਰਲਜ਼ ਕਾਲਜ ਅਤੇ ਐਸ.ਐਸ.ਡੀ.ਵਿਟ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ । ਇਸ ਮੌਕੇ ਐਸ.ਐਸ.ਡੀ.ਸਭਾ ਪ੍ਰਧਾਨ ਸੀਨੀਅਰ ਐਡਵੋਕੇਟ ਅਭੈ ਸਿੰਗਲਾ, ਐਸ.ਐਸ.ਡੀ.ਗਰੁੱਪ ਆਫ ਗਰਲਜ਼ ਕਾਲਜਿਜ਼ ਦੇ ਪੈਟਰਨ ਰਾਜੀਵ ਗੁਪਤਾ, ਐਸ.ਐਸ.ਡੀ. ਸਭਾ ਦੇ ਮੀਤ ਪ੍ਰਧਾਨ ਕੇ.ਕੇ.ਅਗਰਵਾਲ, ਐਸ.ਐਸ.ਡੀ. ਸਭਾ ਦੇ ਸਕੱਤਰ ਅਨਿਲ ਗੁਪਤਾ, ਐਸ.ਐਸ.ਡੀ. ਸਭਾ ਦੇ ਖਜ਼ਾਨਾ ਸਕੱਤਰ ਸੁਰੇਸ ਬਾਂਸਲ ਨੇ ਵੀ ਸ਼ਿਰਕਤ ਕੀਤੀ ।ਇਸ ਦੌਰਾਨ ਸਰੋਜਨੀ ਨਾਇਡੂ, ਅੰਮ੍ਰਿਤਾ ਪ੍ਰੀਤਮ, ਕਲਪਨਾ ਚਾਵਲਾ ਅਤੇ ਮਦਰ ਟਰੇਸਾ ਹਾਊਸ ਅਧੀਨ ਕਾਲਜ ਵਿਦਿਆਰਥਣਾਂ ਨੇ ਮਾਰਚ ਪਾਸਟ ਕੀਤਾ ਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ । ਵਿਦਿਆਰਥਣ ਸੰਗਮ ਨੇ ਖੇਡ ਭਾਵਨਾ ਤਹਿਤ ਖੇਡਣ ਲਈ ਸਹੁੰ ਚੁੱਕੀ । ਇਸ ਉਪੰਰਤ ਵਿਦਿਆਰਥਣਾਂ ਨੇ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ । ਤਿੰਨ ਟੰਗੀ ਦੌੜ ‘ਚ ਮਨਪ੍ਰੀਤ ਤੇ ਸ਼ਾਲੀਨੀ ਨੇ ਪਹਿਲਾ,ਵੀਰਪਾਲ ਤੇ ਸੰਜੂ ਨੇ ਦੂਜਾ ਅਤੇ ਖੁਸ਼ਮਨੀ ਤੇ ਦਿਵਿਆ ਨੇ ਤੀਜਾ ਸਥਾਨ ਹਾਸਲ ਕੀਤਾ ।ਬੈਕ ਰੇਸ ‘ਚ ਸ਼ਾਲੀਨੀ, ਨੇਨਸੀ ਤੇ ਪ੍ਰੇਰਨਾ, ਤੇਜ਼ ਸਾਇਕਲ ਦੌੜ ‘ਚ ਤਿਪ੍ਰਤੀ, ਲਵੀਨਾ ਅਤੇ ਭਾਵਨਾ ਸੈਨੀ, ਹੌਲੀ ਸਾਈਕਲਿੰਗ ‘ਚ ਤਿਪ੍ਰਤੀ,ਸ਼ਰੂਤੀ ਤੇ ਨੇਨਸੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ । ਸ਼ਾਟਪੁਟ ‘ਚ ਹਰਲੀਨ ਨੇ ਪਹਿਲਾ, ਮਨਮੀਤ ਨੇ ਦੂਜਾ ਅਤੇ ਨੀਤਿਕਾ ਨੇ ਤੀਜਾ ਸਥਾਨ ਹਾਸਲ ਕੀਤਾ । ਔਬਸਟੇਕਲ(ਰੁਕਾਵਟ) ਨੀਕੀਤਾ ਨੇ ਪਹਿਲਾ, ਕਨਿਕਾ ਨੇ ਦੂਜਾ ਅਤੇ ਅਨੂ ਨੇ ਤੀਜਾ ਸਥਾਨ ਹਾਸਲ ਕੀਤਾ । ਲੰਬੀ ਛਾਲ ‘ਚ ਕਮਲਜੀਤ ਕੌਰ ਨੇ ਪਹਿਲਾ, ਵੀਰਪਾਲ ਨੇ ਦੂਜਾ ਅਤੇ ਪ੍ਰਭਜੋਤ ਕੌਰ ਤੀਜਾ ਸਥਾਨ ਹਾਸਲ ਕੀਤਾ । 100 ਮੀਟਰ ਰੁਕਾਵਟ ਦੌੜ ‘ਚ ਗਗਨਦੀਪ ਕੌਰ ਨੇ ਪਹਿਲਾ, ਭਾਵਨਾ ਸੈਨੀ ਨੇ ਦੂਜਾ ਅਤੇ ਮੁਸਕਾਨ ਨੇ ਤੀਜਾ ਸਥਾਨ ਹਾਸਲ ਕੀਤਾ । 200 ਮੀਟਰ ਦੌੜ ‘ਚ ਸੰਜੂ ਨੇ ਪਹਿਲਾ, ਗੋਨੀਤਾ ਨੇ ਦੂਜਾ ਅਤੇ ਉਰਵਸ਼ੀ ਨੇ ਤੀਜਾ ਸਥਾਨ ਹਾਸਲ ਕੀਤਾ । ਚਾਟੀ ਦੌੜ ‘ਚ ਸ਼ਾਇਨਾ ਨੇ ਪਹਿਲਾ, ਤਨੀਸ਼ਾ ਨੇ ਦੂਜਾ ਅਤੇ ਹਰਮਨਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ । ਕਾਲਜ ਦੀ ਓਵਰ ਆਲ ਸਰਵੋਤਮ ਐਥਲੀਟ ਸੰਜੂ ਰਹੀ ।ਡਾ.ਪੋਮੀ ਬਾਂਸਲ ਨੇ ਮੰਚ ਦਾ ਸੰਚਾਲਨ ਕੀਤਾ ।ਮਹਿਮਾਨ ਤੇ ਕਾਲਜ ਦੇ ਪ੍ਰਿੰਸੀਪਲ ਨੇ ਮੋਹਰੀ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਤੇ ਮੈਡਲ ਪ੍ਰਦਾਨ ਕੀਤੇ ।ਸਰੀਰਕ ਸਿੱਖਿਆ ਦੇ ਅਧਿਆਪਕ ਮੈਡਮ ਹਰਜਿੰਦਰ ਕੌਰ ਨੂੰ ਸਲਾਨਾ ਅਥਲੈਟਿਕ ਮੀਟ ਦੇ ਸਫਤਾਪੂਰਵਕ ਸੰਪੂਰਨ ਹੋਣ ਤੇ ਕਾਰਜਕਾਰੀ ਕਮੇਟੀ ਅਤੇ ਕਾਲਜ ਪ੍ਰਿੰਸੀਪਲ ਵੱਲੋਂ ਵਧਾਈ ਦਿੱਤੀ ।

ਖੇਤ ਮਜ਼ਦੂਰ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਸੌਪਣਗੇ ਖੇਤੀ ਨੀਤੀ ਦਾ ਖਰੜਾ: ਨਸਰਾਲੀ

ਡੀਸੀ ਦਫ਼ਤਰ ਅੱਗੇ ਰੈਲੀ ਕਰਕੇ ਕੀਤਾ ਜਾਵੇਗਾ ਮਾਰਚ
ਸੁਖਜਿੰਦਰ ਮਾਨ
ਬਠਿੰਡਾ,26 ਫਰਵਰੀ : ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 9 ਮਾਰਚ ਨੂੰ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਸਬੰਧੀ ਸੁਝਾਅ ਸੌਂਪੇ ਜਾਣਗੇ । ਇਹ ਫੈਸਲਾ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਟੀਚਰ ਹੋਮ ਵਿੱਚ ਹੋਈ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਮਾਸਟਰ ਸੇਵਕ ਸਿੰਘ ਮਹਿਮਾ ਸਰਜਾ ਨੇ ਕੀਤੀ ਨੇ ਕੀਤੀ। ਮੀਟਿੰਗ ਨੂੰ ਸਬੋਧਨ ਕਰਦੇ ਹੋਏ ਜੱਥੇਬੰਦੀ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਤ ਮਜ਼ਦੂਰਾਂ ਕੋਲੋਂ ਖੇਤੀ ਸਬੰਧੀ ਬਣਾਈ ਜਾ ਰਹੀ ਨਵੀਂ ਨੀਤੀ ਬਾਰੇ ਸੁਝਾਅ ਨਾ ਲੈਕੇ ਮਜ਼ਦੂਰਾਂ ਨਾਲ ਵਿਤਕਰੇਬਾਜੀ ਕੀਤੀ ਹੈ । ਜਦੋਂ ਕਿ ਖੇਤ ਮਜ਼ਦੂਰਾਂ ਦੀ ਜਿੰਦਗੀ ਖੇਤੀ ਖੇਤਰ ਨਾਲ ਹਰ ਪੱਖੋਂ ਜੁੜੀ ਹੋਈ ਹੈ। ਉਹਨਾਂ ਆਖਿਆ ਕਿ ਅੱਜ ਪੰਜਾਬ ਦੇ ਖੇਤ ਮਜ਼ਦੂਰ ਅਤੇ ਗਰੀਬ ਕਿਸਾਨਾਂ ਸਮੇਤ ਭਾਰੀ ਬਹੁ ਗਿਣਤੀ ਲੋਕ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ,ਕਰਜੇ , ਖ਼ੁਦਕੁਸ਼ੀਆਂ , ਪਾਣੀ ਤੇ ਵਾਤਾਵਰਨ ਪ੍ਰਦੂਸ਼ਣ ਵਰਗੀਆਂ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਮਜ਼ਦੂਰ ਤੇ ਲੋਕ ਪੱਖੀ ਖੇਤੀ ਨੀਤੀ ਸਬੰਧੀ ਖੇਤ ਮਜ਼ਦੂਰਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਮੀਟਿੰਗਾਂ ਕਰਵਾਉਣ ਲਈ ਆਗੂਆਂ ਨੂੰ ਤਾਇਨਾਤ ਕੀਤਾ ਗਿਆ । ਉਹਨਾਂ ਖੇਤ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ 9 ਮਾਰਚ ਨੂੰ ਵਿਧਾਇਕਾਂ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਕੀਤੇ ਜਾ ਰਹੇ ਇਕੱਠ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ।ਉਹਨਾਂ ਖੇਤ ਮਜ਼ਦੂਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ 15 ਮਾਰਚ ਤੋਂ ਲਾਏ ਜਾ ਰਹੇ ਪੱਕੇ ਮੋਰਚੇ ਵਿੱਚ ਵੀ ਮਜ਼ਦੂਰਾਂ ਨੂੰ ਵੱਡੀ ਗਿਣਤੀ ’ਚ ਸ਼ਾਮਲ ਕਰਵਾਉਣ ਲਈ ਹੁਣ ਤੋਂ ਹੀ ਤਿਆਰੀ ਵਿੱਢ ਦੇਣ । ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਤੀਰਥ ਸਿੰਘ ਕੋਠਾ ਗੁਰੂ , ਕਾਕਾ ਸਿੰਘ ਜੀਦਾ , ਮਨਦੀਪ ਸਿੰਘ ਸਿਵੀਆਂ , ਗੁਲਾਬ ਸਿੰਘ ਮਾਇਸਰਖਾਨਾ ਤੇ ਗੁਰਨੈਬ ਸਿੰਘ ਚਨਾਰਥਲ ਆਦਿ ਆਗੂ ਵੀ ਸਾਮਲ ਸਨ ।

ਬਿਨ੍ਹਾਂ ਲਾਇਸੰਸ ਤੋਂ ਖਾਦਾਂ ਅਤੇ ਕੀਟਨਾਸ਼ਕ ਵੇਚਣ ਵਾਲੇ ਕਰਿਆਣਾ ਸਟੋਰ ਸੰਚਾਲਕ ਵਿਰੁੱਧ ਮੁਕੱਦਮਾ ਦਰਜ

0

ਸੁਖਜਿੰਦਰ ਮਾਨ
ਬਠਿੰਡਾ, 26 ਫਰਵਰੀ : ਸੂਬੇ ’ਚ ਨਿੱਤ ਦਿਨ ਮਾੜੀਆਂ ਖ਼ਾਦਾਂ ਤੇ ਕੀਟਨਾਸ਼ਕ ਦਵਾਈਆਂ ਵਿਕਣ ਦੀਆਂ ਮਿਲ ਰਹੀਆਂ ਸਿਕਾਇਤਾਂ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਸਿਕਾਇਤ ’ਤੇ ਨਜਦੀਕੀ ਪਿੰਡ ਵਿਰਕ ਕਲਾਂ ਵਿਖੇ ਰੋਹਿਤ ਮੈਡੀਕਲ ਅਤੇ ਕਰਿਆਨਾ ਸਟੋਰ ਦੇ ਮਾਲਕ ਘਣਸ਼ਾਮ ਦਾਸ ਵਲੋਂ ਬਿਨ੍ਹਾਂ ਲਾਇਸੰਸ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਚੋਰੀ ਛਿਪੇ ਕੀਤੀ ਜਾ ਰਹੀ ਹੈ। ਸੂਚਨਾ ਨੂੰ ਪੁਖ਼ਤਾ ਕਰਨ ਤੋਂ ਬਾਅਦ ਵੱਖ-ਵੱਖ ਅਧਿਕਾਰੀਆਂ ਦੀ ਟੀਮ ਗਠਿਤ ਕੀਤੀ ਗਈ ਸੀ। ਇਸ ਇਨਫੋਰਸਮੈਂਟ ਟੀਮ ਵਿੱਚ ਡਾ. ਬਲਜਿੰਦਰ ਸਿੰਘ ਖੇਤੀਬਾੜੀ ਬਲਾਕ ਅਫ਼ਸਰ, ਡਾ. ਡੂੰਗਰ ਸਿੰਘ ਬਰਾੜ ਸਹਾਇਕ ਪੌਦ ਸੁਰੱਖਿਆ ਅਫ਼ਸਰ, ਡਾ. ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ(ਇਨਫੋਰਸਮੈਂਟ), ਡਾ. ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੌਦ ਸੁਰੱਖਿਆ), ਡਾ. ਲਵਪ੍ਰੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਜਗਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਨਰਿੰਦਰ ਕੌਰ, ਖੇਤੀਬਾੜੀ ਸਬ-ਇੰਸਪੈਕਟਰ ਬਠਿੰਡਾ ਆਦਿ ਸ਼ਾਮਲ ਸਨ। ਜਦੋਂ ਇਸ ਟੀਮ ਨੇ ਪਿੰਡ ਵਿਰਕ ਕਲਾਂ ਵਿਖੇ ਜਾ ਕੇ ਪੜਤਾਲ ਕੀਤੀ ਤਾਂ ਮੌਕ ’ਤੇ ਵੱਡੀ ਪੱਧਰ ਉਪਰ ਖ਼ਾਦਾਂ ਅਤੇ ਕੀਟਨਾਸ਼ਕ ਬਰਾਮਦ ਹੋਈਆਂ ਜਦੋਂਕਿ ਘਣਸ਼ਾਮ ਕੋਲ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਕਰਨ ਦਾ ਲਾਇਸੰਸ ਮੌਜੂਦ ਨਹੀਂ ਸੀ। ਜਿਸਦੇ ਚੱਲਦੇ ਵਿਭਾਗ ਵੱਲੋਂ ਕਾਨੂੰਨੀ ਕਾਰਵਾਈ ਕਰਦਿਆਂ ਬਿਨ੍ਹਾਂ ਲਾਇਸੰਸ ਖਾਦਾਂ ਅਤੇ ਦਵਾਈਆਂ ਖਰੀਦ ਕੇ ਰੱਖਣ ਅਤੇ ਵੇਚਣ ਦੇ ਮਾਮਲੇ ਵਿਚ ਫਰਟੇਲਾਈਜਰ ਕੰਟਰੋਲ ਆਰਡਰ 1985 ਦੀ ਧਾਰਾ 7,8 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 7 ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ। ਇਸੇ ਤਰ੍ਹਾਂ ਬਿਨ੍ਹਾਂ ਲਾਇਸੰਸ ਕੀਟਨਾਸ਼ਕ ਵੇਚਣ ਕਰਕੇ ਇੰਨਸੈਕਟੀਸਾਈਡ ਐਕਟ 1968 ਦੀ ਧਾਰਾ 13 ਅਤੇ ਰੂਲਜ਼ 1971 ਦੀ ਧਾਰਾ 10 ਦੀ ਉਲੰਘਣਾ ਤਹਿਤ ਮੁਕੱਦਮਾ ਦਰਜ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਭਾਗ ਵੱਲੋਂ ਮੌਕੇ ਤੇ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਟੈਸਟਿੰਗ ਕਰਵਾਉਣ ਲਈ ਲੈ ਲਏ ਗਏ ਹਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਮਿਆਰੀ ਖਾਦਾਂ, ਕੀਟਨਾਸ਼ਕ ਦਵਾਈਆਂ ਅਤੇ ਬੀਜ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਗੈਰ ਕਾਨੂੰਨੀ ਢੰਗ ਨਾਲ ਅਤੇ ਗੈਰ ਮਿਆਰੀ ਖਾਦਾਂ ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਗੋਨਿਆਣਾ ਮੰਡੀ ਦੇ ਵਿਪਾਰੀ ਤੋਂ 20 ਲੱਖ ਰੁਪਏ ਫਿਰੌਤੀ ਦੀ ਮੰਗਣ ਵਾਲਾ ਕਾਬੂ

0

ਸੁਖਜਿੰਦਰ ਮਾਨ
ਬਠਿੰਡਾ, 25 ਫਰਵਰੀ: ਗੋਨਿਆਣਾ ਮੰਡੀ ਦੇ ਇੱਕ ਕਾਰੋਬਾਰੀ ਵਿਅਕਤੀ ਨੂੰ ਬਿਸ਼ਨੋਈ ਗਰੁੱਪ ਦੇ ਨਾਂ ਤੇ ਮੋਬਇਲ ਕਾਲ ਰਾਹੀਂ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਮਾਮਲੇ ਨੂੰ ਟਰੇਸ ਕਰਦਿਆਂ ਧਮਕੀਆਂ ਦੇਣ ਵਾਲੇ ਨੂੰ ਕਾਬੂ ਕਰ ਲਿਆ ਜੋ ਗੋਨਿਆਣਾ ਮੰਡੀ ਦੀ ਰਹਿਣ ਵਾਲਾ ਸੀ ॥ ਇਸ ਧਮਕੀ ਭਰੇ ਫੋਨ ਆਉਣ ਕਾਰਨ ਗੋਨਿਆਣੇ ਦੇ ਕਰੋਬਾਰੀਆਂ ਵਿੱਚ ਦਹਿਸਤ ਦਾ ਮਾਹੌਲ ਹੈ । ਆਪਣੇ ਆਪ ਨੂੰ ਬਿਸ਼ਨੋਈ ਗੈਂਗ ਦਾ ਗੁਰਗਾ ਦੱਸਣ ਵਾਲੇ ਨੇ ਮੰਡੀ ਦੀ ਵੱਡੀ ਫਰਮ ਦੇ ਮਾਲਕ ਭਾਰਤ ਭੂਸ਼ਣ ਨੂੰ ਲਗਤਾਰ ਕਈ ਫੋਨ ਕੀਤੇ ਅਤੇ ਧਮਕੀ ਦਿੱਤੀ ਕਿ 20 ਲੱਖ ਰੁਪਏ ਦੀ ਫਿਰੌਤੀ ਦਿਉ ਨਹੀ ਤਾਂ ਉਸਦੇੇ ਬੇਟੇ ਨੂੰ ਕਤਲ ਕਰ ਦਿੱਤਾ ਜਵੇਗਾ। ਵਪਾਰੀ ਭਾਰਤ ਭੂਸ਼ਨ ਪੁੱਤਰ ਸ੍ਰੀ ਬਨਾਰਸੀ ਦਾਸ ਵਾਸੀ ਗੋਨਿਆਣਾ ਮੰਡੀ ਨੇ ਥਾਣਾ ਨੇਹੀਆ ਵਾਲਾ ਵਿਖੇ ਲਿਖਤੀ ਸ਼ਿਕਾਇਤ ਦਿੱਤੀ। ਜਿਸਤੋਂ ਬਾਅਦ ਪੁਲਿਸ ਨੇ ਮਾਮਲੇ ਨੂੰ ਟਰੇਸ ਕਰਦਿਆਂ ਗੋਨਿਆਣੇ ਦੇ ਦਸਮੇਸ ਨਗਰ ਵਿੱਚ ਰਹਿਣ ਵਾਲੇ ਵਰਿੰਦਰ ਸਿੰਘ ਉਰਫ ਬੌਬੀ ਵਾਸੀ ਗੋਨਿਆਣਾ ਮੰਡੀ ਨੂੰ ਗ੍ਰਿਫਤਾਰ ਕਰ ਲਿਆ । ਪਤਾ ਲੱਗਿਆ ਹੈ ਕਿ ਕਥਿਤ ਦੋਸ਼ੀ ਗੋਨਿਆਣਾ ਦੇ ਹੀ ਇੱਕ ਨਿੱਜੀ ਹਸਪਤਾਲ ਵਿੱਚ ਫਿਜੀਓਥੈਰਫੀ ਦਾ ਕੰਮ ਕਰਦਾ ਹੈ। ਥਾਣਾ ਨੇਹੀਆਂ ਵਾਲਾ ਦਾ ਮੁੱਖੀ ਤਰਨਜੀਤ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਕਥਿਤ ਦੋਸ਼ੀ ਦਾ 3 ਦਿਨਾਂ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਪੁਛਗਿਛ ਦੌਰਾਨ ਹੋਰ ਖਲਾਸੇ ਹੋਣ ਦੀ ਉਮੀਦ ਹੈ।

ਮੁੱਖ ਮੰਤਰੀ ਨੇ ਫਾਜ਼ਿਲਕਾ ਵਿਖੇ 578.28 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ਅਧਾਰਤ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

0

ਅਰਥਚਾਰੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਮਹਿਲਾਵਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ
ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਜਲਦ ਹੀ ਸਲਾਖਾਂ ਪਿੱਛੇ ਡੱਕਿਆ ਜਾਵੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਫਾਜ਼ਿਲਕਾ, 25 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ 578.28 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਸਫ਼ਾਈ, ਭੰਡਾਰਨ ਅਤੇ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰਾਜੈਕਟ ਦਾ ਰਸਮੀ ਤੌਰ ਉਤੇ ਨੀਂਹ ਪੱਥਰ ਰੱਖਿਆ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਦੇ ਧਰਤੀ ਹੇਠਲੇ ਪਾਣੀ ਵਿੱਚ ਟੀ.ਡੀ.ਐਸ ਅਤੇ ਹੋਰ ਭਾਰੀ ਤੱਤ ਕਾਫ਼ੀ ਮਾਤਰਾ ਵਿੱਚ ਮੌਜੂਦ ਹਨ, ਜੋ ਕਿ ਹੈਪੇਟਾਈਟਸ ਸੀ, ਕੈਂਸਰ, ਚਮੜੀ ਰੋਗ ਆਦਿ ਘਾਤਕ ਬਿਮਾਰੀਆਂ ਦਾ ਮੁੱਖ ਕਾਰਨ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ ’ਤੇ ਬੱਲੂਆਣਾ ਹਲਕੇ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਸੂਬਾ ਸਰਕਾਰ ਨੇ ਇਸ ਖੇਤਰ ਵਿੱਚ ਪ੍ਰਾਜੈਕਟ ਲਗਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪ੍ਰਾਜੈਕਟ ਅਬੋਹਰ, ਖੂਹੀਆਂ ਸਰਵਰ, ਅਰਨੀਵਾਲਾ ਅਤੇ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਦੇ 122 ਪਿੰਡਾਂ ਅਤੇ 15 ਢਾਣੀਆਂ (ਹੈਮਲੇਟ) ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਏਗਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ’ਤੇ 79,190 ਘਰਾਂ ਦੀ 4,75,144 ਆਬਾਦੀ ਨੂੰ ਕਵਰ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਨਿਰੋਲ ਨਹਿਰੀ ਪਾਣੀ ’ਤੇ ਅਧਾਰਤ ਹੈ, ਜੋ ਕਿ 68 ਐਮ.ਐਲ.ਡੀ ਦੀ ਸਮਰੱਥਾ ਵਾਲਾ ਹੈ ਅਤੇ ਇਸ ਨੂੰ ਗੰਗ ਕੈਨਾਲ ਤੋਂ ਪਾਣੀ ਮਿਲੇਗਾ। ਇਹ ਪ੍ਰਾਜੈਕਟ ਸਿਰਫ਼ 30 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਹਰ ਘਰ ਤੱਕ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਲਾਰਸਨ ਐਂਡ ਟੂਬਰੋ ਵੱਲੋਂ ਲਗਭਗ 750 ਕਿਲੋਮੀਟਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ 21 ਜਲ ਸਪਲਾਈ ਸਕੀਮਾਂ ਸਥਾਪਿਤ ਕੀਤੀਆਂ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸਫ਼ਾਈ ਅਤੇ ਭੰਡਾਰਨ ਅਤੇ ਹੋਰ ਉਦੇਸ਼ਾਂ ਲਈ ਪ੍ਰਾਜੈਕਟ ਵਾਲੇ ਸਥਾਨ ’ਤੇ ਐਸ ਐਂਡ ਐਸ ਟੈਂਕ, ਕਲੈਰੀਫਲੋਕੁਲੇਟਰ, ਫਿਲਟਰ ਹਾਊਸ, ਪੰਪ ਹਾਊਸ ਅਤੇ ਕਲੀਅਰ ਵਾਟਰ ਟੈਂਕ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਹੈ, ਜਿਸ ਦਾ ਉਦੇਸ਼ ਵਸਨੀਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰਾਜੈਕਟ ਲੋਕਾਂ ਦੀ ਕਿਸਮਤ ਬਦਲ ਦੇਵੇਗਾ।ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਮਹਿਲਾਵਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਵਿੱਚ ਕੁਦਰਤੀ ਤੌਰ ‘ਤੇ ਆਪਣੇ ਘਰ ਦੀ ਆਰਥਿਕਤਾ ਨੂੰ ਸੁਚੱਜੇ ਢੰਗ ਨਾਲ ਯੋਜਨਾਬੱਧ ਕਰਨ ਦੀ ਪ੍ਰਵਿਰਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਾਕਾਰਾਤਮਕ ਦਿਸ਼ਾ ਵਿੱਚ ਚੀਜ਼ਾਂ ਦੀ ਬਿਹਤਰ ਯੋਜਨਾ ਅਤੇ ਰਣਨੀਤੀ ਬਣਾ ਸਕਦੀਆਂ ਹਨ ਅਤੇ ਇਹ ਸਮਾਜ ਲਈ ਬਹੁਤ ਲਾਹੇਵੰਦ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਸਰਕਾਰ ਨੇ ਇਸ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਮਹਿਲਾ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਹੈ ਤਾਂ ਜੋ ਸੂਬੇ ਅਤੇ ਖਾਸ ਕਰਕੇ ਜ਼ਿਲ੍ਹੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਮਹਿਲਾਵਾਂ ਨੂੰ ਸਰਗਰਮ ਭਾਗੀਦਾਰ ਬਣਨ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਮਹਿਲਾਵਾਂ ਨੂੰ 12 ਟਿਕਟਾਂ ਅਲਾਟ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਸਾਰਿਆਂ ਨੇ ਭਾਰੀ ਫ਼ਤਵਾ ਲੈ ਕੇ ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਮਹਿਲਾਵਾਂ ਸਮਾਜ ਵਿੱਚ ਲੋੜੀਂਦੇ ਬਦਲਾਅ ਲਿਆਉਣ ਲਈ ਤਬਦੀਲੀ ਦੇ ਉਤਪ੍ਰੇਰਕ ਵਜੋਂ ਕੰਮ ਕਰਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਪੰਜਾਬ ਜਲਦ ਹੀ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ।ਇੱਕ ਹੋਰ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਿਸਾਨਾਂ ਲਈ ਨਰਮੇ ਦੀ ਫ਼ਸਲ ਵਾਸਤੇ ਨਹਿਰੀ ਪਾਣੀ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਨੂੰ ਰੋਕਣ ਲਈ ਪੁਲਿਸ ਤਾਇਨਾਤ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਕਿਸਾਨ ਨੂੰ ਆਪਣੀ ਵਾਰੀ ਅਨੁਸਾਰ ਪਾਣੀ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਅਧਿਕਾਰੀਆਂ ਨੂੰ ਦੋ ਮਹੀਨਿਆਂ ਅੰਦਰ ਸੂਬੇ ਦੀ ਸਮੁੱਚੇ ਨਹਿਰੀ ਪ੍ਰਣਾਲੀ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਬੁਢਾਪਾ ਪੈਨਸ਼ਨ, ਆਟਾ-ਦਾਲ ਅਤੇ ਹੋਰ 40 ਸੇਵਾਵਾਂ ਲੋਕਾਂ ਦੀਆਂ ਬਰੂਹਾਂ ‘ਤੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਢਲਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਵੱਧ ਤੋਂ ਵੱਧ ਖੇਤਰੀ ਖਾਸ ਕਰਕੇ ਪਿੰਡਾਂ ਵਿੱਚ ਦੌਰੇ ਕਰਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਕੰਮਾਂ ਨੂੰ ਮੁਸ਼ਕਲ ਰਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦੀ ਸਰਕਾਰ ਸੂਬੇ ਦੀ ਸ਼ਾਨ ਬਹਾਲ ਕਰਨ ਅਤੇ ਸਾਡੇ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵੱਲ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 11 ਮਹੀਨਿਆਂ ਵਿੱਚ ਲੋਕਾਂ ਨਾਲ ਕੀਤੇ ਮੁੱਖ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹੁਣ ਤੱਕ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਹੱਬ ਵਜੋਂ ਉਭਾਰਨ ਲਈ ਸੂਬੇ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੰਬਰ-ਦਸੰਬਰ, 2022 ਦੇ ਮਹੀਨੇ ਦੌਰਾਨ ਸੂਬੇ ਦੇ 87 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਉਨ੍ਹਾਂ ਦੀ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ 117 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦੇ ਬਣਨ ਦੇ ਕੁਝ ਮਹੀਨਿਆਂ ਅੰਦਰ ਹੀ 26000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਾਰੀ ਭਰਤੀ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ’ਤੇ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਖੇਤਰ ਵਿੱਚ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸਮਾਪਤ ਹੋਏ ਨਿਵੇਸ਼ਕ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੌਰਾਨ ਉੱਘੇ ਉਦਯੋਗਪਤੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ।ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਇੱਕ ਪਾਸੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉਥੇ ਹੀ ਦੂਜੇ ਪਾਸੇ ਸੂਬੇ ਦੇ ਵੱਡੇ ਪੱਧਰ ’ਤੇ ਆਰਥਿਕ ਵਿਕਾਸ ਦਾ ਰਾਹ ਪੱਧਰਾ ਹੋਵੇਗਾ।ਕਾਂਗਰਸ ਅਤੇ ਅਕਾਲੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੇ ਨਿੱਜੀ ਸਵਾਰਥਾਂ ਖਾਤਰ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪੁੱਤਰ ਮੋਹ ਵਿੱਚ ਅਕਾਲੀ ਦਲ ਦੀ ਬੇੜੀ ਡੋਬ ਦਿੱਤੀ।ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਇਕ ਵਾਰ ਵੀ ਇਨ੍ਹਾਂ ਇਲਾਕਿਆਂ ਦਾ ਦੌਰਾ ਨਹੀਂ ਕੀਤਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਖਜ਼ਾਨੇ ਨੂੰ ਲੁੱਟਣ ਵਾਲਿਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੁਟੇਰਿਆਂ ਨੂੰ ਕੀਤੇ ਗਏ ਹਰ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਭ੍ਰਿਸ਼ਟ ਆਗੂਆਂ ਜਾਂ ਅਫਸਰਾਂ ਵੱਲੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਹਰ ਹੀਲੇ ਵਸੂਲੀ ਕੀਤੀ ਜਾਵੇਗੀ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।ਮੁੱਖ ਮੰਤਰੀ ਨੇ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਹੁਣ ਦੂਰ ਨਹੀਂ ਕਿਉਂਕਿ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਅਦਾਲਤ ਵਿੱਚ ਚਲਾਨ ਪਹਿਲਾਂ ਹੀ ਪੇਸ਼ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ।

ਡੀਜੀਪੀ ਪੰਜਾਬ ਵੱਲੋਂ ਫੀਲਡ ਅਫ਼ਸਰਾਂ ਨੂੰ ਕਾਨੂੰਨ ਤੋੜਨ ਵਾਲਿਆਂ ਖ਼?ਲਾਫ਼ ਸਖ਼ਤੀ ਨਾਲ ਪੇਸ਼ ਆਉਣ ਦੇ ਨਿਰਦੇਸ਼

0

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੀਆਂ ਰੇਂਜਾਂ ਦੇ ਆਈ.ਜੀਜ਼/ਡੀ.ਆਈ.ਜੀਜ਼, ਸੀ.ਪੀਜ਼/ਐਸ.ਐਸ.ਪੀਜ਼, ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼ ਨਾਲ ਕੀਤੀ ਵਰਚੁਅਲ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਫਰਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਿਆਂ ਤੋਂ ਮੁਕਤ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਪੰਜਾਬ ਦੀਆਂ ਸਾਰੀਆਂ ਅੱਠ ਰੇਂਜਾਂ ਦੇ ਆਈਜੀਜ਼/ਡੀਆਈਜੀਜ਼, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 413 ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਜ਼ਮੀਨੀ ਪੱਧਰ ਦੀ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਅਤੇ ਏਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।ਇਸ ਤੱਥ ਨੂੰ ਮੰਨਦਿਆਂ ਕਿ ਪੰਜਾਬ ਪੁਲਿਸ ਵੱਲੋਂ ਹਾਲ ਹੀ ਦੇ ਮਹੀਨਿਆਂ ਵਿੱਚ ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਕੀਤੀਆਂ ਗਈਆ ਕਾਰਵਾਈਆ ਸ਼ਲਾਘਾਯੋਗ ਹਨ, ਉਨ੍ਹਾਂ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਨੂੰ ਹੋਰ ਤੇਜ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਮੈਨਪਾਵਰ ਤੇ ਸਾਜ਼ੋ-ਸਾਮਾਨ ਦੀ ਜਾਂਚ ਕਰਨ ਦੇ ਨਾਲ-ਨਾਲ ਨਾਗਰਿਕ ਪੱਖੀ ਪਹੁੰਚ ਅਪਣਾਉਂਦਿਆਂ ਜ਼ਮੀਨੀ ਪੱਧਰ ’ਤੇ ਬੁਨਿਆਦੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੈਨਪਾਵਰ ਵਧਾਉਣ ਲਈ ਜ਼ਿਲ੍ਹਿਆਂ ਵਿੱਚ ਤਾਇਨਾਤ ਕੁੱਲ ਪੁਲੀਸ ਫੋਰਸ ਦਾ ਘੱਟੋ-ਘੱਟ 50 ਫੀਸਦ ਕਰਮਚਾਰੀ ਪੁਲੀਸ ਥਾਣਿਆਂ ਵਿੱਚ ਤਾਇਨਾਤ ਕੀਤੇ ਜਾਣ।ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਨੂੰ ਵੀ ਹਦਾਇਤ ਕੀਤੀ ਕਿ ਨਾਗਰਿਕ ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਉਹ ਆਮ ਜਨਤਾ ਦੀ ਪਹੁੰਚ ਅਤੇ ਸੰਪਰਕ ਵਿੱਚ ਰਹਿਣ ਅਤੇ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਾ ਜਾਵੇ। ਉਨ੍ਹਾਂ ਨੇ ਐਸ.ਐਚ.ਓਜ਼ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਮਾੜੇ ਅਨਸਰਾਂ ਦੇ ਅਪਰਾਧਕ ਰਿਕਾਰਡ ਖੋਲ੍ਹਣ ਅਤੇ ਘਿਨਾਉਣੇ ਅਪਰਾਧਾਂ ਦੀ ਨਿੱਜੀ ਤੌਰ ’ਤੇ ਜਾਂਚ ਕਰਨ ਲਈ ਵੀ ਕਿਹਾ।ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚੋਂ ਗੈਂਗਸਟਰ ਕਲਚਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਯੂਨਿਟਾਂ ਨਾਲ ਤਾਲਮੇਲ ਜ਼ਰੀਏ ਕੰਮ ਕਰਨ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਮਹੀਨਾਵਾਰ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਰਡਰਲੀ ਰੂਮ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਜਨਤਕ ਥਾਵਾਂ ਜਿਵੇਂ ਕਿ ਬਜ਼ਾਰਾਂ, ਧਾਰਮਿਕ ਸਥਾਨਾਂ, ਨਿੱਜੀ ਜਾਇਦਾਦਾਂ ਆਦਿ ਵਿੱਚ ਨਿਗਰਾਨੀ ਲਈ ਵੱਧ ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਵੀ ਕਿਹਾ।

Our Visitor

1910871