ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੌ ਦੀ ਅਗਵਾਈ ਵਿੱਚ ਸਥਾਨਕ ਜ਼ੀ ਐਨ ਐਮ ਟਰੇਨਿੰਗ ਸਕੂਲ ਵਿੱਚ ਵਿਦਿਆਰਥੀਆਂ ਦੇ ਖੂਨਦਾਨ ਸਬੰਧੀ ਚਾਰਟ ਮੁਕਾਬਲੇ ਕਰਵਾਏ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ ਢਿੱਲੋ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਦੇ ਜਨਮ ਦਿਹਾੜੇ ਮੌਕੇ 12 ਜਨਵਰੀ ਦਾ ਦਿਨ ਰਾਸ਼ਟਰੀ ਪੱਧਰ ਤੇ ਨੈਸ਼ਨਲ ਯੂਥ ਡੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ। ਇਸ ਤਹਿਤ ਵਿਭਾਗ ਵੱਲੋ ਪੂਰੇ ਜਨਵਰੀ ਦੇ ਮਹੀਨੇ ਵੱਖ ਵੱਖ ਜਾਗਰੂਕਤਾ ਗਤੀਵਿਧੀਆ ਕੀਤੀਆ ਜਾ ਰਹੀਆਂ ਹਨ।ਇਸੇ ਤਹਿਤ ਜੀ ਐਨ ਐਮ ਅਤੇ ਏ ਐਨ ਐਮ ਟਰੈਨਿੰਗ ਸਕੂਲ ਦੇ ਵਿਦਿਆਰਥੀਆਂ ਦੇ ਖੂਨਦਾਨ ਦੀ ਮਹੱਤਤਾ ਸਬੰਧੀ ਚਾਰਟ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੀ ਟੀ ੳ ਡਾ ਰੀਤਿਕਾ, ਡਾ ਰਿਚੀਕਾ,ਕੁਲਵੰਤ ਸਿੰਘ ਮਾਸ ਮੀਡੀਆ ਅਫਸਰ, ਹਰਵਿੰਦਰ ਸਿੰਘ ਬੀ ਈ ਈ, ਵਾਈਸ ਪ੍ਰਿਸੀਪਾਲ ਸੀਮਾ, ਗੁਰਪ੍ਰੀਤ ਕੌਰ ਅਧਿਆਪਕਾ ਹਾਜ਼ਰ ਸਨ।
ਨੈਸ਼ਨਲ ਯੂਥ ਡੇ ਤੇ ਵਿਦਿਆਰਥੀਆਂ ਦੇ ਖੂਨਦਾਨ ਸਬੰਧੀ ਚਾਰਟ ਮੁਕਾਬਲੇ ਕਰਵਾਏ
ਕਿਸਾਨ ਜਾਗਰੂਕਤਾ ਲਈ ਆਕਲੀਆ ਕਲਾਂ ਵਿਖੇ ਫਾਰਮ ਸਕੂਲ ਲਗਾਇਆ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 19 ਜਨਵਰੀ: ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਦਬਾ ਕੇ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰਨ ਦੇ ਰੁਝਾਨ ਨੂੰ ਪ੍ਰਫੁੱਲਿਤ ਕਰਨ ਲਈ ਪਿੰਡ ਆਕਲੀਆ ਕਲਾਂ ਵਿਖੇ ਡਾ: ਦਿਲਬਾਗ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੇ ਨਿਰਦੇਸ਼ਾਂ ਤਹਿਤ ਡਾ: ਬਲਜਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿੱਚ ਆਤਮਾ ਸਕੀਮ ਅਧੀਨ ਫਾਰਮ ਸਕੂਲ ਲਗਾਇਆ ਗਿਆ। ਫਾਰਮ ਸਕੂਲ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰਮਿਲਾਪ ਸਿੰੰਘ ਬੀ ਟੀ ਐੱਮ ਨੇ ਦੱਸਿਆ ਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਸਦਕਾ ਜਿੱਥੇ ਸਮੇਂ ਦੀ ਬੱਚਤ ਹੁੰਦੀ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਆਉਂਦਾ ਹੈ। ਇਸ ਤਰ੍ਹਾਂ ਬਿਜਾਈ ਕਰਨ ਨਾਲ ਝਾੜ ਵੀ ਵਧਦਾ ਹੈ। ਡਾ: ਸਰਬਜੀਤ ਸਿੰਘ ਏ ਡੀ ਓ ਨੇ ਕਣਕ ਦੀ ਫ਼ਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਸਿੰਜਾਈ ਬਾਰੇ ਚਰਚਾ ਕਰਦਿਆਂ ਭਰਪੂਰ ਜਾਣਕਾਰੀ ਦਿੱਤੀ ਅਤੇ ਬੇਲੋੜੀ ਵਰਤੋਂ ਤੋਂ ਸੰਕੋਚ ਕਰਨ ਦੀ ਸਲਾਹ ਦਿੱਤੀ। ਡਾ: ਜਸਵਿੰਦਰ ਕੁਮਾਰ ਏ ਡੀ ਓ ਨੇ ਸੰਬੋਧਿਤ ਹੁੰਦਿਆਂ ਕਣਕ ਦੀ ਫ਼ਸਲ ਵਿੱਚ ਕੀੜੇ ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਜਾਣਕਾਰੀ ਮੁਹੱਈਆ ਕਰਦਿਆਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਰੱਖਣ ਦਾ ਸੁਝਾਅ ਦਿੱਤਾ। ਡਾ: ਹੀਰਾ ਲਾਲ ਏ ਈ ਓ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਮਨੁੱਖਤਾ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਬੇਲੋੜੀਆਂ ਖਾਦਾਂ ਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਤੋਂ ਗੁਰੇਜ ਕੀਤਾ ਜਾਵੇ। ਅਖ਼ੀਰ ਵਿੱਚ ਸ੍ਰੀ ਜਗਮੀਰ ਸਿੰਘ ਏ ਟੀ ਐੱਮ ਨੇ ਆਏ ਮਾਹਰਾਂ, ਮਹਿਮਾਨਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤਾਰਾ ਸਿੰਘ, ਗੁਰਮੀਤ ਸਿੰਘ, ਅਮਨਦੀਪ ਸਿੰਘ ਅਤੇ ਪਿੰਡ ਦੇ ਹੋਰ ਜਾਗਰੂਕ ਤੇ ਅਗਾਂਹਵਧੂ ਕਿਸਾਨ ਵੀ ਹਾਜਰ ਸਨ।
ਟਰਾਂਸਪੋਰਟ ਮੰਤਰੀ ਵੱਲੋਂ ਲੁਧਿਆਣਾ ਦੇ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ
ਕਿਹਾ, ਵਿਭਾਗ ਵਿੱਚ ਛੇਤੀ ਬੱਸਾਂ ਦੀ ਨਵੀਂ ਫ਼ਲੀਟ ਹੋਵੇਗੀ ਸ਼ਾਮਲ
ਅਧਿਕਾਰੀਆਂ ਨੂੰ ਟੈਕਸ ਭਰਨ ਤੋਂ ਬਿਨਾਂ ਚੱਲ ਰਹੀਆਂ ਬੱਸਾਂ ਜ਼ਬਤ ਕਰਨ ਤੇ ਚਲਾਨ ਕੱਟਣ ਦੇ ਆਦੇਸ਼
ਕੈਬਨਿਟ ਮੰਤਰੀ ਨੇ ਬੱਸਾਂ ਵਿੱਚ ਸਵਾਰ ਯਾਤਰੀਆਂ ਨਾਲ ਕੀਤੀ ਗੱਲਬਾਤ, ਬੱਸ ਸੇਵਾਵਾਂ ਵਿੱਚ ਸੁਧਾਰ ਲਈ ਸੁਝਾਅ ਮੰਗੇ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 19 ਜਨਵਰੀ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੁਧਿਆਣਾ ਦੇ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਟੈਕਸ ਭਰਨ ਤੋਂ ਬਿਨਾਂ ਚੱਲ ਰਹੀਆਂ ਸਾਰੀਆਂ ਬੱਸਾਂ ਜ਼ਬਤ ਕੀਤੀਆਂ ਜਾਣ ਅਤੇ ਇਨ੍ਹਾਂ ਦੇ ਚਲਾਨ ਕੱਟੇ ਜਾਣ। ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਨੇ ਬੱਸ ਅੱਡੇ ਨੇੜੇ ਖੜ੍ਹੀਆਂ ਟੂਰਿਸਟ ਬੱਸਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਬੱਸਾਂ ਟੈਕਸ, ਪਰਮਿਟ, ਟੂਰ ਪ੍ਰੋਗਰਾਮ, ਯਾਤਰੀਆਂ ਦੀ ਸੂਚੀ ਤੇ ਹੋਰ ਦਸਤਾਵੇਜ਼ ਤੋਂ ਬਗ਼ੈਰ ਪਾਈਆਂ ਗਈਆਂ।ਉਨ੍ਹਾਂ ਪੁਲਿਸ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਸਤਾਵੇਜ਼ਾਂ ਤੋਂ ਬਿਨਾਂ ਪਾਈਆਂ ਗਈਆਂ ਬੱਸਾਂ ਦੇ ਚਲਾਨ ਕੱਟਣ ਤੇ ਇਨ੍ਹਾਂ ਨੂੰ ਜ਼ਬਤ ਕਰਨ ਲਈ ਆਖਿਆ।ਵਿਭਾਗ ਵਿੱਚ ਪਾਰਦਰਸ਼ੀ ਪਹੁੰਚ ਅਤੇ ਕਾਰਜਕੁਸ਼ਲਤਾ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਸ੍ਰੀ ਭੁੱਲਰ ਨੇ ਕਿਹਾ ਕਿ ਜਿਹੜੇ ਬੱਸ ਆਪ੍ਰੇਟਰ ਟੈਕਸ ਨਹੀਂ ਭਰ ਰਹੇ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਾਰੀਆਂ ਸੇਵਾਵਾਂ ਸੁਚਾਰੂ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਬੱਸ ਸੇਵਾਵਾਂ ਮਿਲਣੀਆਂ ਯਕੀਨੀ ਬਣਾਉਣ ਲਈ ਨਵੀਆਂ ਵਾਲਵੋ ਬੱਸਾਂ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਹੈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਬੱਸਾਂ ਵਿੱਚ ਸਵਾਰ ਯਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਬੱਸ ਸੇਵਾਵਾਂ ਵਿੱਚ ਸੁਧਾਰ ਬਾਰੇ ਯਾਤਰੀਆਂ ਦੇ ਸੁਝਾਅ ਲਏ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਥੋਂ ਲੰਘਣ ਵਾਲੀ ਹਰੇਕ ਬੱਸ ਦਾ ਇਸ ਬੱਸ ਅੱਡੇ ਵਿੱਚ ਰੁਕਣਾ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਬਾਅਦ ਸ. ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਵਰਕਰਸ਼ਾਪਾਂ ਦੇ ਦਫ਼ਤਰਾਂ ਵਿੱਚ ਰਿਕਾਰਡ ਦੀ ਜਾਂਚ ਵੀ ਕੀਤੀ।
ਖੇਡਾਂ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਸੁਧਾਰਾਂ ’ਤੇ ਜ਼ੋਰ
ਮੁੱਖ ਮੰਤਰੀ ਵੱਲੋਂ ਲਏ ਸੁਫਨੇ ਨੂੰ ਪੂਰਾ ਕਰੇਗੀ ਨਵੀਂ ਖੇਡ ਨੀਤੀ: ਮੀਤ ਹੇਅਰ
ਖੇਡ ਮੰਤਰੀ ਨੇ ਖੇਡ ਨੀਤੀ ਬਣਾਉਣ ਲਈ ਕੀਤੀ ਮਾਹਿਰਾਂ ਦੀ ਕਮੇਟੀ ਨਾਲ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਲਏ ਸੁਫਨੇ ਨੂੰ ਪੂਰਾ ਕਰਨ ਲਈ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਵੱਡੇ ਵਿਆਪਕ ਸੁਧਾਰਾਂ ਉਤੇ ਜ਼ੋਰ ਦਿੱਤਾ ਗਿਆ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਡ ਨੀਤੀ ਦੇ ਖਰੜੇ ਉਤੇ ਵਿਚਾਰਾਂ ਕਰਨ ਲਈ ਬਣਾਈ ਮਾਹਿਰਾਂ ਦੀ ਕਮੇਟੀ ਨਾਲ ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਮੀਤ ਹੇਅਰ ਨੇ ਕਿਹਾ ਕਿ ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਏ ਜਾਣ ਨਾਲ ਮੁੱਖ ਮੰਤਰੀ ਦਾ ਸੁਫਨਾ ਪੂਰਾ ਹੋਵੇਗੀ। ਅੱਜ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਖਿਡਾਰੀਆਂ ਦੀ ਚੋਣ ਲਈ ਹੁਨਰ ਦੀ ਸ਼ਨਾਖਤ ਵਾਸਤੇ ਵਿਗਿਆਨਕ ਵਿਧੀ ਅਪਣਾਈ ਜਾਵੇ। ਸੂਬੇ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਦਾ ਡਾਟਾ ਇਕੱਤਰ ਕਰਕੇ ਉਸ ਦਾ ਵਿਸਲੇਸ਼ਣ ਕੀਤਾ ਜਾਵੇ। ਸੂਬੇ ਵਿੱਚ ਵੱਖ-ਵੱਖ ਖੇਡਾਂ ਦੇ ਵਿਸ਼ੇਸ਼ੀਕ੍ਰਿਤ ਸਥਾਨਾਂ ਦੀ ਸ਼ਨਾਖਤ ਕਰਕੇ ਉਥੇ ਸਬੰਧਤ ਖੇਡ ਉਤੇ ਧਿਆਨ ਕੇਂਦਰਿਤ ਜਾਵੇ। ਗਰੇਡਸ਼ਨ ਨੀਤੀ ਨੂੰ ਤਰਕਸੰਗਤ ਬਣਾਇਆ ਜਾਵੇ। ਖੇਡ ਮੰਤਰੀ ਨੇ ਦੱਸਿਆ ਕਿ ਖੇਡਾਂ ਤੇ ਖਿਡਾਰੀ ਪੱਖੀ ਆਧੁਨਿਕ ਖੇਡ ਢਾਂਚਾ ਬਣਾਉਣ ਲਈ ਕਾਰਪੋਰੇਟ ਘਰਾਣਿਆਂ ਤੋਂ ਆਰਥਿਕ ਮੱਦਦ ਲੈਣ ਵਾਸਤੇ ਨੀਤੀ ਬਣਾਏ ਜਾਵੇ। ਇਸੇ ਤਰ੍ਹਾਂ ਖਿਡਾਰੀਆਂ ਤੇ ਟੀਮਾਂ ਨੂੰ ਸਪਾਂਸਰ ਕਰਨ ਲਈ ਪਰਵਾਸੀ ਭਾਰਤੀਆਂ ਲਈ ਮੰਚ ਮੁਹੱਈਆ ਕੀਤਾ ਜਾਵੇ। ਇਸ ਤੋਂ ਇਲਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨਾਲ ਮਿਲ ਕੇ ਖੇਡ ਵਿਭਾਗ ਸਾਂਝਾ ਖੇਡ ਕੈਲੰਡਰ ਬਣਾਏ ਤਾਂ ਜੋ ਖਿਡਾਰੀਆਂ ਦੇ ਟੂਰਨਾਮੈਂਟ ਵਿੱਚ ਤਰੀਕਾਂ ਨਾ ਮਿਲਣ।ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਅਮਿਤ ਤਲਵਾੜ, ਖੇਡ ਮਾਹਿਰਾਂ ਵਜੋਂ ਸ਼ਾਮਲ ਅਰਜੁਨਾ ਐਵਾਰਡੀ ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਦਰੋਣਾਚਾਰੀਆ ਐਵਾਰਡੀ ਤੇ ਸਾਬਕਾ ਕੌਮੀ ਮੁੱਕੇਬਾਜ਼ੀ ਕੋਚ ਗੁਰਬਖ਼ਸ਼ ਸਿੰਘ ਸੰਧੂ ਅਤੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਜੇ.ਐਸ.ਚੀਮਾ ਵੀ ਹਾਜ਼ਰ ਸਨ।
ਪੰਜਾਬ ਉਦਯੋਗਾਂ ਤੇ ਹਾਊਸਿੰਗ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਲਈ ‘ਕੋਰ ਗਰੁੱਪ’ ਦਾ ਗਠਨ ਕਰੇਗਾ: ਅਮਨ ਅਰੋੜਾ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਸੀ.ਆਈ.ਆਈ. ਦੇ ਮੁੱਖ ਦਫ਼ਤਰ ਵਿਖੇ ਪੰਜਾਬ ਦੇ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ
ਮਕਾਨ ਉਸਾਰੀ ਵਿਭਾਗ ਵੱਲੋਂ ਉਦਯੋਗਾਂ ਨੂੰ 45 ਦਿਨਾਂ ਦੇ ਅੰਦਰ ਮਨਜ਼ੂਰੀ ਦੇਣਾ ਯਕੀਨੀ ਬਣਾਉਣ ਲਈ ਤਿਆਰ ਕੀਤੀ ਜਾ ਰਹੀ ਹੈ ਸੁਚਾਰੂ ਵਿਧੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਜਨਵਰੀ:ਸੂਬੇ ਵਿੱਚ ਸੁਖਾਲੇ ਅਤੇ ਸੁਚੱਜੇ ਢੰਗ ਨਾਲ ਕਾਰੋਬਾਰ ਕਰਨ ਨੂੰ ਹੁਲਾਰਾ ਦੇਣ ਲਈ ਇੱਕ ਹੋਰ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਦਯੋਗਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨਾਲ ਸਬੰਧਤ ਮਸਲਿਆਂ ਦੇ ਸੁਚਾਰੂ ਨਿਪਟਾਰੇ ਲਈ ‘ਕੋਰ ਗਰੁੱਪ’ ਬਣਾਉਣ ਦਾ ਫੈਸਲਾ ਕੀਤਾ ਹੈ। ਗਰੁੱਪ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ , ਉਦਯੋਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।ਇਹ ਜਾਣਕਾਰੀ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀਲਿਸਟਜ਼ (ਸੀ.ਆਈ.ਆਈ.) ਦੇ ਮੁੱਖ ਦਫਤਰ ਵਿਖੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਵਿਭਾਗ ਵੱਲੋਂ ਉਦਯੋਗਪਤੀਆਂ ਨੂੰ 45 ਦਿਨਾਂ ਦੇ ਅੰਦਰ-ਅੰਦਰ ਹਰ ਤਰ੍ਹਾਂ ਦੀ ਮਨਜ਼ੂਰੀ ਦੇਣਾ ਯਕੀਨੀ ਬਣਾਉਣ ਲਈ ਇੱਕ ਪੁਖ਼ਤਾ ਤੇ ਸੁਚਾਰੂ ਵਿਧੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਦਯੋਗ ਸਥਾਪਿਤ ਕਰਨ ਦੇ ਚਾਹਵਾਨ ਨਿਵੇਸ਼ਕਾਂ ਨੂੰ ਸੁਖਾਲੇ ਢੰਗ ਨਾਲ ਉਦਯੋਗਿਕ ਪਲਾਟ ਉਪਲਬਧ ਕਰਵਾਉਣ ਲਈ ਵੀ ਯਤਨ ਜਾਰੀ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਸਨਅਤ ਲਿਆਉਣ ਅਤੇ ਪੰਜਾਬ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਪੰਜਾਬ ਵਿੱਚ ਉਦਯੋਗਾਂ ਸਬੰਧੀ ਸ਼ਖਤ ਨੀਤੀ ਹੋਣ ਦੀ ਗੱਲ ਕਬੂਲਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਸਖ਼ਤ ਨੀਤੀ ਅਤੇ ਇਸ ਦੀ ਪਾਲਣਾ ਨਾ ਹੋਣ ਕਾਰਨ ਹੀ ਸੂਬਾ ਨਵੇਂ ਉਦਯੋਗਾਂ ਨੂੰ ਆਕਰਸ਼ਿਤ ਕਰਨ ਵਿੱਚ ਅਸਫ਼ਲ ਰਿਹਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਦੀ ਵੱਡੀ ਸਮਰੱਥਾ ਅਤੇ ਢੁਕਵਾਂ ਮਾਹੌਲ ਮੌਜੂਦ ਹੈ, ਜੋ ਸੂਬੇ ਨੂੰ ਖੁਸ਼ਹਾਲੀ ਦੀਆਂ ਲੀਹਾਂ ’ਤੇ ਪਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇੱਕ ਕਦਮ ਅੱਗੇ ਵਧਦਿਆਂ ਪੰਜਾਬ ਸਰਕਾਰ ਕਾਰੋਬਾਰ ਸਥਾਪਤ ਕਰਨ ਵਿੱਚ ਸੌਖ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਹੁਣ ਆਸਾਨ ਰਹਿਣ-ਸਹਿਣ ‘ਤੇ ਵੀ ਵਿਸ਼ੇਸ਼ ਧਿਆਨ ਦੇਵੇਗੀ ਤਾਂ ਜੋ ਉਦਯੋਗਪਤੀਆਂ ਨੂੰ ਪੰਜਾਬ ਨੂੰ ਆਪਣੇ ਪਿੱਤਰੀ ਰਾਜ ਵਜੋਂ ਚੁਣਨ ਲਈ ਆਕਰਸ਼ਿਤ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਮੱਦੇਨਜ਼ਰ ਮਾਨ ਸਰਕਾਰ ਦੀ ਅਗਵਾਈ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਪਹਿਲਾਂ ਹੀ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਅਤੇ ਨਗਰ ਨਿਗਮ ਦੀ ਹਦੂਦ ਤੋਂ ਬਾਹਰ, ਇਕਹਿਰੇ ਉਦਯੋਗਾਂ ਦੀ ਕੰਪਾਊਂਡਿੰਗ ਸਮੇਤ ਇਕਹਿਰੇ ਉਦਯੋਗਾਂ ਦੇ ਮੁਕੰਮਲ ਹੋਣ ਸਬੰਧੀ ਪ੍ਰਮਾਣ ਪੱਤਰ (ਕੰਪਲੀਸ਼ਨ ਸਰਟੀਫਿਕੇਟ) ਜਾਰੀ ਕਰਨ ਦੀਆਂ ਸ਼ਕਤੀਆਂ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪੀਆਂ ਗਈਆਂ ਹਨ ਤਾਂ ਜੋ ਉਦਯੋਗਪਤੀਆਂ ਨੂੰ ਆਪਣੀਆਂ ਫੈਕਟਰੀਆਂ ਦੇ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਲਈ ਦੋ ਵੱਖ-ਵੱਖ ਵਿਭਾਗਾਂ (ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਫੈਕਟਰੀਜ਼) ਵਿੱਚ ਅਰਜ਼ੀ ਦੇਣ ਦੀ ਲੋੜ ਨਾ ਪਵੇ।ਸ੍ਰੀ ਅਮਨ ਅਰੋੜਾ ਨੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਭਰੋਸਾ ਦਿੱਤਾ।ਇਸ ਸਾਲ ਫ਼ਰਵਰੀ ਵਿੱਚ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ਵਿੱਚ ਸ਼ਾਮਲ ਹੋਣ ਲਈ ਸਮੂਹ ਉਦਯੋਗਪਤੀਆਂ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ.ਆਈ. ‘ਇਨਵੈਸਟ ਪੰਜਾਬ’ ਦਾ ਇੱਕ ਸੰਸਥਾਗਤ ਭਾਈਵਾਲ ਹੈ। ਉਨ੍ਹਾਂ ਕਿਹਾ ਕਿ ਸਾਰੇ ਉਦਯੋਗਪਤੀਆਂ ਨੂੰ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਇਕਜੁੱਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ। ਇਸ ਸਮਾਗਮ ਵਿੱਚ ਪੰਜਾਬ ਨਿਵੇਸ਼ ਪ੍ਰਮੋਸ਼ਨ ਬਿਊਰੋ ਦੇ ਸੀ.ਈ.ਓ. ਸ੍ਰੀ ਕਮਲ ਕਿਸ਼ੋਰ ਯਾਦਵ, ਪੁੱਡਾ ਦੀ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਮੁੱਖ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ, ਸੀ.ਆਈ.ਆਈ. ਪੰਜਾਬ ਦੇ ਚੇਅਰਮੈਨ ਸ੍ਰੀ ਅਮਿਤ ਥਾਪਰ ਅਤੇ ਸੀ.ਆਈ.ਆਈ. ਦੇ ਵਾਈਸ ਚੇਅਰਮੈਨ ਡਾ. ਪੀ.ਜੇ. ਸਿੰਘ ਪ੍ਰਮੁੱਖ ਤੌਰ ‘ਤੇ ਹਾਜ਼ਰ ਸਨ।
ਪੰਜਾਬ ਨੂੰ ਸਿਹਤ, ਸਿੱਖਿਆ ਅਤੇ ਵਿਕਾਸ ਪੱਖੋਂ ਦੇਸ਼ ਦਾ ਬਿਹਤਰੀਨ ਸੂਬਾ ਬਣਾਉਣਾ ਰਾਜ ਸਰਕਾਰ ਦਾ ਮੁੱਖ ਟੀਚਾ-ਬਲਜੀਤ ਕੌਰ
ਕੈਬਨਿਟ ਮੰਤਰੀ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 19 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ, ਸਿੱਖਿਆ ਅਤੇ ਨੌਜਵਾਨ ਪੀੜ੍ਹੀ ਨੂੰ ਵੱਧ ਤੋ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਤੇ ਨਿਆਂ ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਬਲਜੀਤ ਕੌਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜ਼ਾ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਕੀਤਾ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭਿਰਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਅਤੇ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ-ਪ੍ਰੇਸ਼ਾਨੀ ਤੋਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਸਿਹਤ ਅਤੇ ਸਿੱਖਿਆ ਵਰਗੇ ਬੁਨਿਆਦੀ ਖੇਤਰਾਂ ’ਚ ਦੇਸ਼ ਦਾ ਬਿਹਤਰੀਨ ਖਿੱਤਾ ਬਣਾਉਣਾ ਹੈ ਜਿਸ ਲਈ ਸਕੂਲਾਂ ਅਤੇ ਹਸਪਤਾਲਾਂ ਦੀ ਦਸ਼ਾ ਸੁਧਾਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਮੁਕੰਮਲ ਹੋਣ ਵਾਲੇ ਪ੍ਰੋਜੈਕਟਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਲੋਕ ਭਲਾਈ ਸਕੀਮਾਂ ਲਈ ਲਗਾਏ ਜਾ ਰਹੇ ਕੈਂਪਾਂ ਬਾਰੇ ਸਬੰਧਤ ਹਲਕੇ ਦੇ ਵਿਧਾਇਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਹਲਕੇ ਦੇ ਵਿਕਾਸ ਕੰਮਾਂ ਲਈ ਸਰਕਾਰ ਵੱਲੋਂ ਮਿਲਣ ਵਾਲੀ ਗ੍ਰਾਂਟ ਨੂੰ ਪਾਰਦਰਸ਼ੀ ਅਤੇ ਯੌਜਨਾਬੱਧ ਤਰੀਕੇ ਨਾਲ ਵਰਤਿਆ ਜਾਵੇ। ਮੀਟਿੰਗ ਦੌਰਾਨ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਬੁਢਲਾਡਾ ਸ੍ਰੀ ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਹਲਕੇ ਨਾਲ ਸਬੰਧਤ ਭਲਾਈ ਯੌਜਨਾਵਾਂ ਅਤੇ ਵਿਕਾਸ ਕੰਮਾਂ ਬਾਰੇ ਕੈਬਨਿਟ ਮੰਤਰੀ ਜਾਣੂ ਕਰਵਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਸਾ ਸ਼ਹਿਰ ਅੰਦਰ ਸੀਵਰੇਜ਼ ਦੀ ਸਮੱਸਿਆ ਨੂੰ ਨਜਿੱਠਣ ਲਈ ਕੰਮ ਪ੍ਰਕਿਰਿਆ ਅਧੀਨ ਹੈ, ਜਿਸਦਾ ਬਹੁਤ ਜਲਦ ਹਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ ਮਿਲਣ ਵਾਲੀ ਬਕਾਇਆ ਸ਼ਗਨ ਸਕੀਮ ਦੀ ਰਾਸ਼ੀ ਜਲਦ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਗਲਤ ਪਾਏ ਜਾਣ ਵਾਲੇ ਰਾਸ਼ਨ ਕਾਰਡ ਧਾਰਕਾਂ ਦੀ ਕਟੌਤੀ ਕਰਕੇ ਯੌਗ ਅਤੇ ਲੋੜਵੰਦ ਪਰਿਵਾਰਾਂ ਨੂੰ ਹੀ ਸਰਕਾਰ ਦੀ ਆਟਾ ਦਾਲ ਸਕੀਮ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਭ੍ਰਿਸ਼ਟਾਚਾਰ ਨੂੰ ਜੜ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਸਰਕਾਰੀ ਵਿਭਾਗ ਵਿਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਯੋਗ ਅਤੇ ਲੋੜਵੰਦ ਲੋਕਾਂ ਤੱਕ ਲਾਭ ਪੁਜਦਾ ਕਰਵਾਉਣ ਅਤੇ ਵਿਕਾਸ ਕੰਮਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ, ਐਸ.ਡੀ.ਐਮ. ਮਾਨਸਾ ਸ੍ਰੀ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਦੂਲੋਵਾਲ ਵਿਖੇ ਸਮਾਰਟ ਆਂਗਨਵਾੜੀ ਸੈਂਟਰ ਦਾ ਕੀਤਾ ਉਦਘਾਟਨ
ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ 72 ਬਜ਼ੁਰਗਾਂ ਦੇ ਰਹਿਣ ਦੀ ਸਮਰੱਥਾ ਵਾਲੇ ਬਿਰਧ ਘਰ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ
ਜ਼ਿਲ੍ਹੇ ਅੰਦਰ ਲਗਭਗ 100 ਆਂਗਨਵਾੜੀ ਸੈਂਟਰਾਂ ਦਾ ਕੀਤਾ ਜਾਵੇਗਾ ਨਵੀਨੀਕਰਨ- ਡਾ. ਬਲਜੀਤ ਕੌਰ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 19 ਜਨਵਰੀ: ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਮਾਨਸਾ ਦੇ ਪਿੰਡ ਦੂਲੋਵਾਲ ਵਿਖੇ ਸਮਾਰਟ ਆਂਗਨਵਾੜੀ ਸੈਂਟਰ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ 38 ਆਂਗਣਵਾੜੀ ਸੈਂਟਰਾਂ ਦਾ ਨਵੀਨੀਕਰਨ ਕਰਕੇ ਸਮਾਰਟ ਆਂਗਣਵਾੜੀ ਸੈਂਟਰ ਬਣਾਏ ਗਏ ਹਨ ਅਤੇ 31 ਹੋਰ ਆਂਗਨਵਾੜੀ ਸੈਂਟਰਾਂ ਦਾ ਨਵੀਨੀਕਰਨ ਕਰਕੇ ਸਮਾਰਟ ਆਂਗਨਵਾੜੀ ਸੈਂਟਰ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 100 ਆਂਗਨਵਾੜੀ ਸੈਂਟਰਾਂ ਦਾ ਪ੍ਰਤੀ ਆਂਗਨਵਾੜੀ ਸੈਂਟਰ 3.5 ਲੱਖ ਤੋਂ 4 ਲੱਖ ਦੇ ਕਰੀਬ ਖ਼ਰਚ ਕਰਕੇ ਨਵੀਨੀਕਰਨ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾ ਸਮਾਰਟ ਆਂਗਨਵਾੜੀ ਸੈਂਟਰਾਂ ਵਿਚ ਸੋਲਰ ਪੈਨਲ, ਇਨਵਰਟਰ, ਵਾਟਰ ਪਿਊਰੀਫਾਈ, ਐਲ.ਈ.ਡੀ. ਟੀ.ਵੀਂ ਤੋਂ ਇਲਾਵਾ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਸਹੂਲਤਾ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਰਮਦਿੱਤਾ ਕੈਂਚੀਆਂ, ਸਿਰਸਾ ਰੋਡ ਮਾਨਸਾ ਵਿਖੇ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ 72 ਬਜ਼ੁਰਗਾਂ ਦੇ ਰਹਿਣ ਦੀ ਸਮਰੱਥਾ ਵਾਲੇ ਬਿਰਧ ਘਰ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬਿਰਧ ਘਰ ਦੀ ਉਸਾਰੀ ਲਈ ਗ੍ਰਾਂਟ ਅਗਲੇ ਕੁਝ ਦਿਨਾਂ ਵਿਚ ਜਾਰੀ ਕਰ ਦਿੱਤੀ ਜਾਵੇਗੀ, ਜਿਸ ਨਾਲ ਇਮਾਰਤ ਦਾ ਸਮੁੱਚਾ ਕੰਮ ਮੁਕੰਮਲ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਬਿਰਧ ਘਰ ਵਿਚ ਬਜ਼ੁਰਗਾਂ ਦੀ ਦੇਖਭਾਲ ਦੇ ਨਾਲ ਨਾਲ ਉਨ੍ਹਾਂ ਨੂੰ ਭੋਜਨ, ਮੈਡੀਕਲ ਸਹੂਲਤਾਂ, ਡੇ ਕੇਅਰ, ਲਾਇਬ੍ਰੇਰੀ, ਬਾਗ਼ਬਾਨੀ ਅਤੇ ਜਿੰਮ ਦੀ ਮੁਫ਼ਤ ਸੁਵਿਧਾ ਪ੍ਰਦਾਨ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਇਸ ਮੌਕੇ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਬੁਢਲਾਡਾ ਸ੍ਰੀ ਬੁੱਧ ਰਾਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸਿੱਖਿਆ ਵਿਭਾਗ ਐਲੀਮੈਂਟਰੀ ਮਾਨਸਾ ਦਾ ਖੇਡ ਕੈਲੰਡਰ ਰਿਲੀਜ਼
ਪੰਜਾਬ ਸਰਕਾਰ ਵੱਲ੍ਹੋਂ ਖੇਡਾਂ ਦੀ ਪ੍ਰਫੱਲਤਾਂ ਲਈ ਵੀ ਹੋਵੇਗੀ ਵਿਸ਼ੇਸ਼ ਵਿਉਂਤਬੰਦੀ-ਬਲਜੀਤ ਕੌਰ
ਨਵੇਂ ਸ਼ੈਸਨ ਦੌਰਾਨ 100 ਤੋਂ ਵੱਧ ਪ੍ਰਾਇਮਰੀ ਸਕੂਲਾਂ ਚ ਖੇਡ ਮੈਦਾਨ ਬਣਾਉਣ ਦਾ ਟੀਚਾ-ਭੁਪਿੰਦਰ ਕੌਰ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 19 ਜਨਵਰੀ:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਨੇ ਅੱਜ ਬੱਚਤ ਭਵਨ ਮਾਨਸਾ ਵਿਖੇ ਸਕੂਲ ਸਿੱਖਿਆ ਵਿਭਾਗ ਐਲੀਮੈਂਟਰੀ ਸਿੱਖਿਆ ਜ਼ਿਲ੍ਹਾ ਮਾਨਸਾ ਦਾ ਖੇਡ ਕੈਲੰਡਰ ‘ਮਾਨਸਾ ਖੇਡੋ,ਮਾਨਸਾ ਵਧੋ, ਪੰਜਾਬ ਖੇਡੋ,ਪੰਜਾਬ ਵਧੋ’ ਰਿਲੀਜ਼ ਕਰਦਿਆਂ ਅਧਿਆਪਕਾਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਪੱਧਰ ਤੋਂ ਹੀ ਖੇਡਾਂ ਨੂੰ ਮਜਬੂਤੀ ਪ੍ਰਦਾਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ੍ਹੋਂ ਸਿੱਖਿਆ, ਸਿਹਤ ਦੇ ਨਾਲ ਨਾਲ ਖੇਡਾਂ ਚ ਵੀ ਵਿਸ਼ੇਸ਼ ਯੋਜਨਬੰਦੀ ਕੀਤੀ ਜਾ ਰਹੀ ਹੈ ਤਾਂ ਕਿ ਪੰਜਾਬ ਨੂੰ ਤੰਦਰੁਸਤ ਬਣਾਇਆ ਜਾਵੇ ਅਤੇ ਸਿੱਖਿਆ ਦੇ ਖੇਤਰ ਚ ਮੋਹਰੀ ਬਣਾਇਆ ਜਾਵੇ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਡਾ ਵਿਜੈ ਸਿੰਗਲਾ ਵਿਧਾਇਕ ਹਲਕਾ ਮਾਨਸਾ,ਪ੍ਰਿੰਸੀਪਲ ਬੁੱਧ ਰਾਮ ਵਿਧਾਇਕ ਹਲਕਾ ਬੁਢਲਾਡਾ, ਗੁਰਪ੍ਰੀਤ ਬਣਾਂਵਾਲੀ ਵਿਧਾਇਕ ਹਲਕਾ ਸਰਦੂਲਗੜ੍ਹ,ਚਰਨਜੀਤ ਸਿੰਘ ਅੱਕਾਂਵਾਲੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ,ਸ੍ਰੀਮਤੀ ਬਲਦੀਪ ਕੌਰ ਡਿਪਟੀ ਕਮਿਸ਼ਨਰ, ਡਾ ਨਾਨਕ ਸਿੰਘ ਐੱਸ ਐੱਸ ਪੀ,ਡਾ ਸੰਦੀਪ ਘੰਡ ਜ਼ਿਲ੍ਹਾ ਯੂਥ ਅਫਸਰ ਨਹਿਰੂ ਯੁਵਾ ਕੇਂਦਰ ਮਾਨਸਾ,ਸ੍ਰੀਮਤੀ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਵੀ ਮਾਨਸਾ ਚ ਪ੍ਰਾਇਮਰੀ ਪੱਧਰ ’ਤੇ ਹੋ ਰਹੇ ਖੇਡ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਇਸ ਗੱਲ ’ਤੇ ਮਾਣ ਮਹਿਸੂਸ ਕੀਤਾ ਕਿ ਇਸ ਵਾਰ ਪ੍ਰਾਇਮਰੀ ਖੇਡਾਂ ਚ ਮਾਨਸਾ ਦੇ 54 ਮੈਡਲ ਆਏ ਹਨ ਅਤੇ ਮਾਨਸਾ ਵਿਖੇ ਪੰਜਾਬ ਪੈਟਰਨ ’ਤੇ ਹੋਈਆਂ ਪ੍ਰਾਇਮਰੀ ਖੇਡਾਂ ਨੇ ਅਧਿਆਪਕਾਂ, ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਕੀਤਾ। ਡੀਈਓ ਭੁਪਿੰਦਰ ਕੌਰ ਅਤੇ ਜ਼ਿਲ੍ਹਾ ਖੇਡ ਇੰਚਾਰਜ਼ ਹਰਦੀਪ ਸਿੱਧੂ ਨੇ ਦੱਸਿਆ ਕਿ ਨਵੇਂ ਸ਼ੈਸਨ ਤੋਂ ਮਾਨਸਾ ਜ਼ਿਲ੍ਹੇ ਚ ਪ੍ਰਾਇਮਰੀ ਪੱਧਰ ’ਤੇ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਕੂਲ ਸਕੂਲ ਖੇਡ ਗਰਾਊਂਡ ਬਣਾਉਣ ਦੀ ਯੋਜਨਾ ਹੈ,ਪਹਿਲੇ ਵਰ੍ਹੇ ਦੌਰਾਨ ਜ਼ਿਲ੍ਹੇ ਅੰਦਰ 100 ਸਕੂਲਾਂ ਚ ਵੱਖ ਵੱਖ ਤਰ੍ਹਾਂ ਖੇਡ ਮੈਦਾਨ ਤਿਆਰ ਕਰਨ ਦਾ ਟੀਚਾ ਹੈ। ਇਸ ਖੇਡ ਕੈਲੰਡਰ ਲਈ ਕੁਲਵਿੰਦਰ ਸਿੰਘ ਦਿਆਲਪੁਰਾ, ਜਸਵਿੰਦਰ ਸਿੰਘ ਰੰਘੜਿਆਲ,ਹਰਫੂਲ ਸਿੰਘ ਬੋਹਾ, ਬਲਜਿੰਦਰ ਸਿੰਘ ਅਤਲਾ ਕਲਾਂ, ਰਣਧੀਰ ਸਿੰਘ ਆਦਮਕੇ,ਪ੍ਰੀਤਮ ਸਿੰਘ ਬਾਜੀਗਰ ਬਸਤੀ ਬੋਹਾ, ਬਲਵਿੰਦਰ ਕੌਰ ਬ ਬ ਬੋਹਾ,ਗੁਰਨਾਮ ਸਿੰਘ ਡੇਲੂਆਣਾ,ਰਣਜੀਤ ਸਿੰਘ ਜੀਤਸਰ,ਗੁਰਵਿੰਦਰ ਬਹਿਣੀਵਾਲ, ਭੁਪਿੰਦਰ ਸਿੰਘ ਝੰਡੂਕੇ, ਰਾਮਨਾਥ ਧੀਰਾ,ਅੰਗਰੇਜ਼ ਸਿੰਘ ਸਾਹਨੇਵਾਲੀ, ਕਾਲਾ ਸਿੰਘ ਉਡਤ ਭਗਤ ਰਾਮ, ਗੁਰਦੀਪ ਸਿੰਘ ਕਣਕਵਾਲ, ਇੰਦਰਜੀਤ ਸਿੰਘ ਮੋਡਾ,ਅਸ਼ੋਕ ਫਫੜੇ ਭਾਈ,ਬਲਵਿੰਦਰ ਸਿੰਘ ਕੁਲਾਣਾ,ਬਲਵਿੰਦਰ ਹਾਕਮਵਾਲਾ, ਅਕਬਰ ਬੱਪੀਆਣਾ,ਰਾਜੇਸ਼ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ।
ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਤਿਆਰੀਆਂ ਜ਼ੋਰਾਂ-ਸ਼ੋਰਾਂ ’ਤੇ : ਵਧੀਕ ਡਿਪਟੀ ਕਮਿਸ਼ਨਰ
ਪ੍ਰੋਗਰਾਮ ਦੀਆਂ ਅਗਾਊਂ ਤਿਆਰੀਆਂ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਕੂਲੀ ਬੱਚਿਆਂ ਵੱਲੋਂ ਰਿਹਰਸਲ ਦੌਰਾਨ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ
ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ : ਗਣਤੰਤਰਤਾ ਦਿਵਸ 26 ਜਨਵਰੀ 2023 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਤੇ ਚੱਲ ਰਹੀਆਂ ਹਨ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ ਹੇਠ ਚੱਲ ਰਹੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ ਚੌਧਰੀ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ।ਇਸ ਮੌਕੇ ਮੈਡਮ ਪਲਵੀ ਚੌਧਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪ੍ਰੋਗਰਾਮ ਸਬੰਧੀ ਕਿਸੇ ਕਿਸਮ ਦੀ ਊਣਤਾਈ ਨਾ ਰਹਿਣ ਦਿੱਤੀ ਜਾਵੇ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਇਸ ਮੌਕੇ ਉਨ੍ਹਾਂ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਆਲੇ-ਦੁਆਲੇ ਤੇ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰੁਪਿੰਦਰਪਾਲ ਸਿੰਘ ਵੱਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਸਕੂਲਾਂ ਦੇ ਇੰਚਾਰਜਾਂ ਨਾਲ ਗੱਲਬਾਤ ਕਰਦਿਆਂ ਲੋੜੀਂਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਆਪਣੇ ਰਹਿਰਸਲ ਪ੍ਰੋਗਰਾਮ ਦੌਰਾਨ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਨੂੰ ਦਰਸਾਉਂਦੀਆਂ ਆਈਟਮਾਂ ਤੋਂ ਇਲਾਵਾ ਗੱਤਕਾ ਅਤੇ ਹੋਰ ਕਈ ਤਰ੍ਹਾਂ ਦੀਆਂ ਪੇਸ਼ਕਾਰੀਆਂ ਵੀ ਦਿਖਾਈਆਂ ਗਈਆਂ। ਇਸ ਮੌਕੇ ਸਿਖਲਾਈ ਅਧੀਨ ਆਈ.ਏ.ਐਸ. ਅਧਿਕਾਰੀ ਮੈਡਮ ਮਾਨਸੀ, ਸਹਾਇਕ ਕਮਿਸ਼ਨਰ ਜਨਰਲ ਸ. ਸਾਰੰਗਪ੍ਰੀਤ ਸਿੰਘ ਔਜਲਾ, ਡਿਪਟੀ ਡਾਇਰੈਕਟਰ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਟ ਦਿਉਣ ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ, ਸਕੱਤਰ ਰੈਡ ਕਰਾਸ ਸ੍ਰੀ ਦਰਸ਼ਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਬੁੱਟਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।
ਮਕਾਨ ਢਾਹੁਣ ਆਏ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਵਿਰੋਧ ਕਾਰਨ ਵਾਪਸ ਮੁੜਨਾ ਪਿਆ
ਮਾਮਲਾ ਵਗੈਰ ਨਕਸ਼ਾ ਪਾਸ ਕਰਵਾਏ ਮਕਾਨ ਪਾਉਣ ਦਾ
ਸਤਾਧਾਰੀ ਲੀਡਰ ’ਤੇ ਮਕਾਨ ਢਾਹੁਣ ਦੇ ਲਗਾਏ ਜਾ ਰਹੇ ਨੇ ਦੋਸ਼
ਭੋਲਾ ਸਿੰਘ ਮਾਨ
ਮੌੜ ਮੰਡੀ, 19 ਜਨਵਰੀ:ਜਲੰਧਰ ਦੇ ਲਤੀਫਪੁਰਾ ਦੀ ਘਟਨਾ ਤੋਂ ਬਾਅਦ ਅੱਜ ਵਿਧਾਨ ਸਭਾ ਹਲਕਾ ਮੌੜ ਅੰਦਰ ਵੀ ਮਹੌਲ ਉਸ ਵਖ਼ਤ ਤਨਾਅ ਪੂਰਨ ਬਣ ਗਿਆ ਜਦੋਂ ਭਾਰੀ ਪੁਲਿਸ ਦੇ ਬਲ ’ਤੇ ਨਗਰ ਕੌਂਸਲ ਮੌੜ ਦੇ ਕਾਰਜ ਸਾਧਕ ਅਫਸਰ ਪਰਵਿੰਦਰ ਸਿੰਘ ਭੱਟੀ ਵੱਲੋਂ ਵਾਰਡ ਨੰਬਰ 15 ’ਚ ਗਰੀਬ ਪਰਿਵਾਰ ਨਾਲ ਸਬੰਧਿਤ ਵਿਅਕਤੀ ਦੇ ਮਕਾਨ ਨੂੰ ਢਾਹੁਣ ਦੀ ਕੋਸ਼ਿਸ਼ ਕਰ ਰਹੇ ਸੀ। ਪ੍ਰਸ਼ਾਸ਼ਨ ਦੇ ਰਵੱਈਏ ਤੋਂ ਤੰਗ ਆ ਕੇ ਲੋਕਾਂ ਨੇ ਮਕਾਨ ਦੀ ਛੱਤ ਤੇ ਚੜ੍ਹ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਖ਼ਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਹੋਰ ਵੀ ਲੋਕ ਪਰਿਵਾਰ ਦੀ ਮੱਦਦ ਤੇ ਆ ਗਏ ਅਤੇ ਉਹਨਾਂ ਕਾਰਜ ਸਾਧਕ ਅਫਸਰ ਖ਼ਿਲਾਫ ਧਰਨਾ ਲਗਾਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਨਗਰ ਕੋਂਸਲ ਦੇ ਅਧਿਕਾਰੀਆਂ ਅਤੇ ਪੁਲਿਸ ਪਾਰਟੀ ਨੂੰ ਵਾਪਸ ਬੇਰੰਗ ਮੁੜਨਾ ਪਿਆ। ਮਕਾਨ ਮਾਲਕ ਮਹਿੰਗਾ ਸਿੰਘ ਦਾ ਕਹਿਣਾ ਹੈ ਕਿ ਮੈਂ ਮਜਦੂਰੀ ਕਰਕੇ ਆਪਣਾ ਮਕਾਨ ਬਣਾ ਰਿਹਾ ਸੀ, ਪ੍ਰੰਤੂ ਸਤਾਧਾਰੀ ਲੀਡਰ ਦੇ ਦਬਾਅ ਹੇਠ ਆ ਕੇ ਧੱਕੇ ਨਾਲ ਉਸ ਦਾ ਮਕਾਨ ਢਾਹਿਆ ਜਾ ਰਿਹਾ ਹੈ, ਜਦੋਂ ਕਿ ਮੌੜ ਕਲਾਂ ਅਤੇ ਮੌੜ ਖੁਰਦ ਤੋਂ ਇਲਾਵਾ ਸ਼ਹਿਰ ਅੰਦਰ ਬਿਨਾਂ ਨਕਸ਼ੇ ਪਾਸ ਹੋਏ ਸੈਕੜੇ ਮਕਾਨ ਬਣੇ ਹੋਏ ਹਨ। ਪ੍ਰੰਤੂ ਗਰੀਬ ਪਰਿਵਾਰ ਨਾਲ ਸਬੰਧਿਤ ਹੋਣ ਕਾਰਨ ਉਸਦੇ ਮਕਾਨ ਨੂੰ ਸਿਆਸੀ ਦਬਾਅ ਹੇਠ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ। ਉੱਧਰ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਪਰਵਿੰਦਰ ਸਿੰਘ ਭੱਟੀ ਦਾ ਕਹਿਣਾ ਹੈ ਕਿ ਮਹਿੰਗਾ ਸਿੰਘ ਪੁੱਤਰ ਰਾਮਰਤਨ ਸਿੰਘ ਵਾਸੀ ਮੌੜ ਮੰਡੀ ਨੇ ਵਗੈਰ ਨਕਸ਼ਾ ਪਾਸ ਕਰਵਾਏ ਅਤੇ ਗਲੀ ’ਚ ਮਕਾਨ ਦਾ ਬਾਧਰਾ ਕੱਢ ਲਿਆ ਹੈ। ਇਸ ਤੋਂ ਇਲਾਵਾ ਅਸੀ ਨੋਟਿਸ ਵੀ ਦੇ ਚੁੱਕੇ ਹਾਂ ਪ੍ਰੰਤੂ ਮਕਾਨ ਮਾਲਕ ਨੇ ਨਜਾਇਜ਼ ਉਸਾਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀ ਪੁਲਿਸ ਦੀ ਮੱਦਦ ਨਾਲ ਨਜਾਇਜ਼ ਉਸਾਰੀ ਤੇ ਕਾਰਵਾਈ ਕਰਨ ਆਏ ਸੀ, ਤਾਂ ਮਹਿੰਗਾ ਸਿੰਘ ਸਮੇਂਤ ਢਾਈ ਦਰਜ਼ਨ ਵਿਅਕਤੀਆਂ ਨੇ ਸਰਕਾਰੀ ਕੰਮ ’ਚ ਵਿਘਨ ਪਾਇਆ ਹੈ। ਜਿਸ ਕਾਰਨ ਉਕਤ ਵਿਅਕਤੀਆਂ ਖ਼ਿਲਾਫ਼ ਅਸੀ ਪੁਲਿਸ ਨੂੰ ਕਾਰਵਾਈ ਕਰਨ ਲਈ ਸ਼ਿਕਾਇਤ ਕਰ ਦਿੱਤੀ ਹੈ।





