ਕਿਹਾ ਕਿ ਸੂਬੇ ਵਿੱਚ ਪਹਿਲਾ ਕਦੇ ਸਰਕਾਰ ਦੀ ਅਜਿਹੀ ਮਾੜੀ ਕਾਰਗੁਜ਼ਾਰੀ ਨਹੀਂ ਦੇਖੀ
ਪੰਜਾਬ ਵਿੱਚ ਸਰਕਾਰ,ਪ੍ਰਸ਼ਾਸਨ ਤੇ ਕਾਨੂੰਨ ਦਾ ਕਿਸੇ ਨੂੰ ਨਹੀਂ ਹੈ ਡਰ
ਭਾਜਪਾ ਦੇ ਸ਼ਹਿਰੀ ਜਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਤਾਜ਼ਪੋਸ਼ੀ ਸਮਾਗਮ ਵਿੱਚ ਪੁੱਜੇ ਸਨ ਅਸ਼ਵਨੀ ਸ਼ਰਮਾ
ਸੁਖਜਿੰਦਰ ਮਾਨ
ਬਠਿੰਡਾ, 15 ਜਨਵਰੀ : ਪਿਛਲੇ ਦਿਨੀਂ ਭਾਜਪਾ ਵਲੋਂ ਇਕੱਲੇ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ ਕਰਨ ਵਾਲੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ‘‘ ਪੰਜਾਬ ਵਿਚ ਭਾਜਪਾ ਨੂੰ ਸਿੱਖਾਂ ਕੋਲੋ ਦੂਰ ਰੱਖਣ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਹੱਥ ਹੈ। ’’ ਅੱਜ ਇੱਥੇ ਬਠਿੰਡਾ ਦੇ ਨਵੇਂ ਬਣਾਏ ਜਿਲਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾਂ ਦੇ ਤਾਜ਼ਪੋਸ਼ੀ ਸਮਾਗਮਾਂ ਵਿਚ ਹਿੱਸਾ ਲੈਣ ਪੁੱਜੇ ਸ਼੍ਰੀ ਸ਼ਰਮਾ ਨੇ ਇਸ ਮੌਕੇ ਹੋਏ ਪ੍ਰਭਾਵਸ਼ਾਲੀ ਸਮਾਗਮ ਨੂੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਅਪਣਾ ਗਠਬੰਧਨ ਧਰਮ ਨਿਭਾ ਰਹੀ ਸੀ ਪ੍ਰੰਤੂ ਅਕਾਲੀ ਉਨ੍ਹਾਂ ਨਾਲ ਦੂਜੇ ਦਰਜ਼ੇ ਵਾਲਾ ਵਿਵਹਾਰ ਕਰ ਰਹੀ ਸੀ। ਭਾਜਪਾ ਆਗੂ ਨੇ ਖੁਲਾਸਾ ਕੀਤਾ ਕਿ ਜਦ ਉਹ ਪਿੰਡਾਂ ਵਿਚ ਜਾਣ ਦੀ ਗੱਲ ਕਰਦੇ ਸਨ ਤਾਂ ਅਕਾਲੀ ਦਲ ਵਾਲੇ ਰੋਕ ਦਿੰਦੇ ਸਨ ਪ੍ਰੰਤੂ ਹੁਣ ਉਨ੍ਹਾਂ ਉਸ ਸਮਂੇ ਭਾਜਪਾ ਦੀ ਪਿੱਠ ਵਿਚ ਛੁਰਾ ਮਾਰਿਆਂ, ਜਦ ਭਾਜਪਾ ਨੂੰ ਵੱਡੀ ਲੋੜ ਸੀ। ਉਨ੍ਹਾਂ ਕਿਹਾ ਕਿ ਵੱਖ ਹੋਣ ਤੋਂ ਬਾਅਦ ਭਾਜਪਾ ਅਤੇ ਨਰਿੰਦਰ ਮੋਦੀ ਨੂੰ ਸਿੱਖ ਵਿਰੋਧੀ ਗਰਦਾਨਣ ਵਾਲਿਆਂ ਵਿਚ ਅਕਾਲੀ ਦਲ ਦੀ ਵੱਡੀ ਭੁੂਮਿਕਾ ਸੀ ਜਦੋਂਕਿ ਸ਼੍ਰੀ ਮੋਦੀ ਸਿੱਖਾਂ ਦੇ ਵੱਡੇ ਹਮਦਰਦ ਹਨ, ਜਿੰਨ੍ਹਾਂ ਨੇ ਨਾਂ ਸਿਰਫ਼ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ, ਬਲਕਿ ਦਿੱਲੀ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਜੇਲ੍ਹਾਂ ਅੰਦਰ ਬੰਦ ਕੀਤਾ ਅਤੇ ਸਿੱਖਾਂ ਦੀ ਕਾਲੀ ਸੂਚੀ ਵੀ ਖ਼ਤਮ ਕੀਤੀ। ਭਾਜਪਾ ਦੇ ਸੂਬਾਈ ਪ੍ਰਧਾਨ ਨੇ ਮੋਦੀ ਸਰਕਾਰ ਵਲੋਂ ਸਿੱਖਾਂ ਪ੍ਰਤੀ ਕੀਤੇ ਕੰਮਾਂ ਨੂੰ ਗਿਣਾਉਂਦਿਆਂ ਦਾਅਵਾ ਕੀਤਾ ਕਿ ਅਸਲ ਵਿਚ ਸਿੱਖਾਂ ਦੀ ਸਭ ਤੋਂ ਵੱਡੀ ਹਿਤੈਸ਼ੀ ਪਾਰਟੀ ਭਾਜਪਾ ਅਤੇ ਇਸਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਜਦ ਪੂਰੇ ਪੰਜਾਬ ਅੰਦਰ ਪੈਰ ਪਸਾਰ ਰਹੀ ਹੈ ਤਾਂ ਵਿਰੋਧੀ ਘਬਰਾਹਟ ਵਿਚ ਇਸ ਉਪਰ ਝੂਠੇ ਦੋਸ਼ ਲਗਾ ਰਹੇ ਹਨ। ਅਸ਼ਵਨੀ ਸ਼ਰਮਾ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਭ ਤੋਂ ਨਿਕੰਮੀ ਸਰਕਾਰ ਐਲਾਨਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਕਿ ਅੱਜ ਪੰਜਾਬ ਵਿਚ ਕਿਸੇ ਨੂੰ ਵੀ ਸਕਾਰ ਤੇ ਕਾਨੂੰਨ ਤੋਂ ਭੈਅ ਨਹੀ ਹੈ।ਪੰਜਾਬ ਹੱਥੋਂ ਮੈਗਾ ਟੈਕਸਟਾਈਲ ਪਾਰਕ ਪ੍ਰਾਜੈਕਟ ਖੁੱਸਣ ਕਾਰਨ ਸੂਬੇ ਨੂੰ ਰੁਜ਼ਗਾਰ ਤੇ ਆਰਥਿਕ ਪੱਖੋਂ ਵੱਡਾ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ,ਸ਼ਰਮਾਏਦਾਰਾ,ਵਿਉਪਾਰੀਆਂਤੇ ਐਨਆਰਆਈਜ ਦੀਆਂ ਸਮੱਸਿਆਵਾਂ ਨੂੰ ਹੱਲ ਨਹੀ ਕਰ ਰਹੀ ਹੈ , ਜਿਸਦੇ ਕਾਰਨ ਪੰਜਾਬ ਵਿੱਚ ਵਪਾਰ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ। ਪੰਜਾਬ ਦੀ ਜੀਐਸਟੀ ਕੁਲੈਕਸਨ ਦਿਨੋ ਦਿਨ ਘੱਟ ਰਹੀ ਹੈ । ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਉਦਯੋਗਾਂ ਨੂੰ ਤੁਰੰਤ ਰਾਹਤ,ਰਿਆਇਤਾਂ ਤੇ ਹੋਰ ਸਹੂਲਤਾਂ ਉਪਲਬਧ ਕਰਵਾਏ। ਉਹਨਾ ਕਿਹਾ ਕਿ ਪੰਜਾਬ ਸਰਕਾਰ ਤੇ ਅਫਸਰਸਾਹੀ ਦਰਮਿਆਨ ਟਕਰਾਅ ਬਹੁਤ ਖ਼ਤਰਨਾਕ ਹੈ ,ਅਜਿਹਾ ਨਹੀਂ ਹੋਣਾ ਚਾਹੀਦਾ। ਉਹਨਾ ਕਿਹਾ ਕਿ ਪੰਜਾਬ ਵਿੱਚ ਅਰਾਜਕਤਾ ਵਾਲਾ ਮਾਹੋਲ ਹੈ ,ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ। ਇਸ ਮੌਕੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਭਰੋਸਾ ਦਿਵਾਇਆ ਕਿ ਉਹ ਭਾਜਪਾ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਗੌਤਰਲਬ ਹੈ ਕਿ ਸ਼੍ਰੀ ਸਿੰਗਲਾ ਸਹਿਤ ਦਿਹਾਤੀ ਪ੍ਰਧਾਨ ਬਣਾਏ ਗਏ ਰਵੀਪ੍ਰੀਤ ਸਿੰਘ ਸਿੱਧੂ ਅਕਾਲੀ ਦਲ ਦੇ ਆਗੂ ਸਨ, ਜਿੰਨ੍ਹਾਂ ਨੇ ਪਿਛਲੇ ਦਿਨੀਂ ਭਾਜਪਾ ਵਿਚ ਸਮੂਲੀਅਤ ਕਰ ਲਈ ਸੀ। ਇਸ ਸਮਾਗਮ ਮੌਕੇ ਪਾਰਟੀ ਦੀ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਕਾਂਗੜ ਤੇ ਸ੍ਰੀਮਤੀ ਮੋਨਾ ਜੈਸਵਾਲ, ਸ਼ੂਬਾ ਮੀਤ ਪ੍ਰਧਾਨ ਦਿਆਲ ਸੋਢੀ, ਜਗਦੀਪ ਸਿੰਘ ਨਕਈ ਤੇ ਅਰਵਿੰਦ ਖੰਨਾ ਤੋਂ ਇਲਾਵਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ, ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ,ਸੂਬਾ ਮੀਡੀਆਂ ਸਕੱਤਰ ਸੁਨੀਲ ਸਿੰਗਲਾ, ਪਾਰਟੀ ਦੇ ਸੀਨੀਅਰ ਆਗੂ ਮੋਹਨ ਲਾਲ ਗਰਗ, ਨਰਿੰਦਰ ਮਿੱਤਲ, ਰੁਪਿੰਦਰਜੀਤ ਸਿੰਘ, ਰਾਜ ਨੰਬਰਦਾਰ, ਵਿਨੋਦ ਬਿੰਟਾ, ਵਰਿੰਦਰ ਸ਼ਰਮਾ, ਅਸੋਕ ਬਾਲਿਆਵਾਲੀ, ਗੁਰਵਿੰਦਰ ਸਿੰਘ ਭਗਤਾ, ਰਾਜੇਸ਼ ਨੌਨੀ, ਪ੍ਰਿਤਪਾਲ ਸਿੰਘ ਬੀਬੀਵਾਲਾ, ਗੁਰਜੀਤ ਸਿੰਘ ਮਾਨ, ਉਮੇਸ਼ ਸ਼ਰਮਾ, ਸੰਦੀਪ ਅਗਰਵਾਲ ਤੋਂ ਇਲਾਵਾ ਸੂਬੇ ਅਤੇ ਜਿਲੇ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ ।
ਭਾਜਪਾ ਨੂੰ ਸਿੱਖਾਂ ਕੋਲੋ ਦੂਰ ਰੱਖਣ ਵਿਚ ਅਕਾਲੀ ਦਲ ਦਾ ਵੱਡਾ ਹੱਥ: ਅਸ਼ਵਨੀ ਸ਼ਰਮਾ
ਪੰਜਾਬ ਸਰਕਾਰ ਮੈਡੀਕਲ ਸੇਵਾਵਾਂ ਨੂੰ ਆਮ ਜਨਤਾ ਤਕ ਯਕੀਨੀ ਬਣਾਉਣ ਵਿੱਚ ਫੇਲ੍ਹ- ਬਲਬੀਰ ਸਿੱਧੂ
ਅੱਜ ਪੰਜਾਬ ਦਾ ਹੇਠਾਂ ਤੋਂ ਉਪਰ ਤਕ ਹਰ ਮੁਲਾਜ਼ਮ ਪਰੇਸ਼ਾਨ – ਸਾਬਕਾ ਸਿਹਤ ਮੰਤਰੀ
108 ਐਮਬੂਲੈਂਸ ਸੇਵਾ ਦਾ ਤੀਜੇ ਦਿਨ ਤਕ ਹੜਤਾਲ ਤੇ ਰਹਿਣਾ ਪਏਗਾ ਪੰਜਾਬ ਦੇ ਲੋਕਾਂ ਲਈ ਭਾਰੀ
ਪੰਜਾਬੀ ਖ਼ਬਰਸਾਬ ਬਿਉਰੋ
ਐਸ.ਏ.ਐਸ. ਨਗਰ, 14 ਜਨਵਰੀ – ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਮੈਡੀਕਲ ਸੇਵਾਵਾਂ ਨੂੰ ਆਮ ਜਨਤਾ ਤਕ ਯਕੀਨੀ ਬਣਾਉਣ ਵਿੱਚ ਫੇਲ੍ਹ ਸਾਬਿਤ ਹੋ ਰਹੀ ਹੈ । ਸਿੱਧੂ ਨੇ ਕਿਹਾ 108 ਐਮਬੂਲੈਂਸ ਸੇਵਾ ਦੇ ਮੁਲਾਜ਼ਮਾਂ ਦੀ ਹੜਤਾਲ ਨੂੰ ਅੱਜ ਤੀਜਾ ਦਿਨ ਹੋ ਗਿਆ ਹੈ ਜੋ ਕਿ ਪੰਜਾਬ ਕੇ ਲੋਕਾਂ ਦੀ ਜਾਨਾਂ ਨਾਲ ਸਿੱਧਾ ਖਿਲਵਾੜ ਹੈ। ਉਨ੍ਹਾਂ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਆਪ ਦੇ ਸਿਹਤ ਮੰਤਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਲੋਕਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। 108 ਐਂਬੂਲੈਂਸ ਸੇਵਾ ਸਿੱਧੇ ਤੌਰ ’ਤੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਦੀ ਸੇਵਾ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾ ਸਕਦੀ। ਸਿੱਧੂ ਨੇ ਤੰਜ ਕਸਦਿਆਂ ਕਿਹਾ ਕਿ ਇਸ ਗੱਲ ਦਾ ਆਪ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈਂਦਾ। ਸਿੱਧੂ ਨੇ ਕਿਹਾ ਜਦੋਂ ਤੋਂ ਪੰਜਾਬ ਵਿੱਚ ਆਪ ਦੀ ਸਰਕਾਰ ਬਣੀ ਹੈ ਰਾਜ ਵਿੱਚ ਸੱਭ ਤੋਂ ਵੱਧ ਹੜਤਾਲਾਂ ਅਤੇ ਰੋਸ਼ ਪ੍ਰਦਰਸ਼ਨਾਂ ਦੇ ਮਾਮਲੇ ਵੇਖੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕ, ਖਿਡਾਰੀ, ਸਰਕਾਰੀ ਮੁਲਾਜ਼ਮ, ਅਧਿਕਾਰੀ ਅਤੇ ਕਿਸਾਨ, ਹਰ ਖੇਤਰਾਂ ਦੇ ਲੋਕਾਂ ਨੇ ਆਪ ਸਰਕਾਰ ਨੂੰ ਹਰ ਮੋੜ ਤੇ ਘੇਰਿਆ ਹੈ ਅਤੇ ਕਿਸੇ ਦਾ ਵੀ ਕੋਈ ਮਸਲਾ ਹਾਲੇ ਤਕ ਹੱਲ ਹੁੰਦਾ ਨਹੀਂ ਦਿੱਖ ਰਿਹਾ ਹੈ ਜੋ ਕਿ ਪੰਜਾਬ ਸਰਕਾਰ ਦੀ ਨਾਕਾਮੀਆਂ ਨੂੰ ਉਜਾਗਰ ਕਰਦਾ ਹੈ। ਸਿੱਧੂ ਨੇ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਨਿੱਜੀ ਤੌਰ ਉੱਤੇ ਦਿਲਚਸਪੀ ਲੈ ਕੇ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਕਰਨ।
ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾ ਪ੍ਰਦਾਨ ਕਰਨ ਲਈ ਨਵੀਆਂ ਪੁਲਾਂਘਾਂ ਪੁੱਟੇਗਾ ਪੰਜਾਬ: ਮੁੱਖ ਮੰਤਰੀ
27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਜਾਣਗੇ ਸਮਰਪਿਤ
ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 14 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ। ਅੰਮ੍ਰਿਤਸਰ ਵਿਖੇ 27 ਜਨਵਰੀ ਨੂੰ ਹੋਣ ਵਾਲੇ ਵੱਡੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਹੈਲਥ ਪੈਕੇਜ ਮੁਫਤ ਪ੍ਰਦਾਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ ਜਿਸ ਨਾਲ ਅਜਿਹੇ 500 ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਪਹਿਲਕਦਮੀ ਸੂਬੇ ਦੀ ਸਿਹਤ ਸੰਭਾਲ ਵਿਵਸਥਾ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਮੌਕੇ ਹੋਣ ਵਾਲੇ ਸਮਾਗਮ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਸੂਬਾ ਸਰਕਾਰ ਵੱਲੋਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਸਿਹਤਮੰਦ ਅਤੇ ਰੋਗ ਮੁਕਤ ਬਣਾਉਣ ਪ੍ਰਤੀ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਵਸਨੀਕਾਂ ਨੂੰ ਹੁਣ ਇਲਾਜ ਤੇ ਜਾਂਚ ਸਹੂਲਤਾਂ ਲਈ ਹਸਪਤਾਲਾਂ ਵਿੱਚ ਵੱਡੇ ਖਰਚੇ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮਰੀਜ਼ ਕਲੀਨਿਕਾਂ ਵਿੱਚ ਜਾ ਕੇ ਡਾਕਟਰੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ ਜਾਂ ਫਿਰ ਆਨਲਾਈਨ ਸਮਾਂ ਲੈਣ ਦੀ ਸਹੂਲਤ ਵੀ ਹਾਸਲ ਕਰ ਸਕਦੇ ਹਨ।ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ ਤੇ ਹੋਰ ਵੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਉਡਾਣਾਂ ਮਾਰਚ ਦੇ ਅੰਤ ਤੱਕ ਮੁੜ ਚਾਲੂ ਲਈ ਆਖਿਆ
ਹਲਵਾਰਾ ਹਵਾਈ ਅੱਡੇ ਦਾ ਕੰਮ ਤਿੰਨ ਮਹੀਨਿਆਂ ਵਿੱਚ ਪੂਰਾ ਕਰਨ ਦੇ ਹੁਕਮ
ਮੁੱਖ ਮੰਤਰੀ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 14 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਨਾਲ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਹਵਾਈ ਅੱਡੇ ਤੋਂ ਉਡਾਣਾਂ ਛੇਤੀ ਤੋਂ ਛੇਤੀ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਰਚ ਦੇ ਅੰਤ ਤੱਕ ਉਡਾਣਾਂ ਮੁੜ ਸ਼ੁਰੂ ਕਰਨ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਇਸ ਖੇਤਰ ਨੂੰ ਦੁਨੀਆ ਦੇ ਬਾਕੀ ਦੇਸ਼ਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਸਹੂਲਤ ਹਾਸਲ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਹਵਾਈ ਅੱਡਾ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਇਸ ਖੇਤਰ ਤੇ ਖਾਸ ਕਰਕੇ ਜਲੰਧਰ ਸ਼ਹਿਰ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਸਹੂਲਤ ਦੇਣ ਦੇ ਨਾਲ-ਨਾਲ ਇਹ ਹਵਾਈ ਅੱਡਾ ਸੂਬੇ ਦੀ ਮੀਡੀਆ ਰਾਜਧਾਨੀ ਵਿੱਚ ਮੈਡੀਕਲ ਟੂਰਿਜ਼ਮ ਅਤੇ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ। ਇਕ ਹੋਰ ਏਜੰਡੇ ’ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ।ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਲਟਕ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰੋਜੈਕਟ ਦੇ ਕੰਮ ਵਿਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰ-ਵਾਜਬ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਹਵਾਈ ਅੱਡਿਆਂ ਤੱਕ ਪਹੁੰਚ ਸੜਕਾਂ ਦੇ ਨਿਰਮਾਣ ਦਾ ਕੰਮ ਛੇਤੀ ਤੋਂ ਛੇਤੀ ਪੂਰਾ ਕਰਨ ਲਈ ਵੀ ਕਿਹਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਰਾਹੁਲ ਭੰਡਾਰੀ, ਸਕੱਤਰ ਲੋਕ ਨਿਰਮਾਣ ਵਿਭਾਗ ਰਜਤ ਅਗਰਵਾਲ, ਡਾਇਰੈਕਟਰ ਸ਼ਹਿਰੀ ਹਵਾਬਾਜ਼ੀ ਸੋਨਾਲੀ ਗਿਰਿ ਅਤੇ ਹੋਰ ਵੀ ਹਾਜ਼ਰ ਸਨ।
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ : ਸੁਖਬੀਰ ਸਿੰਘ ਬਾਦਲ
ਮਾਘੀ ਮੇਲੇ ’ਤੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ
ਕਿਹਾ ਕਿ ਆਪ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪੁਸ਼ਤ ਪਨਾਹੀ ਕੀਤੀ ਅਤੇ ਸੂਬੇ ਦੀ ਆਰਥਿਕ ਤਬਾਹੀ ਦੇ ਰਾਹ ਅਗਵਾਈ ਕਰ ਰਹੀ ਹੈ
ਕਿਹਾ ਕਿ ਕਾਂਗਰਸ ਨੇ ਪਿਛਲੀ ਵਾਰ ਸਰਕਾਰ ਬਣਾਉਣ ਲਈ ਝੂਠ ਬੋਲਿਆ ਤੇ ਭਾਜਪਾ ਪੰਜਾਬੀਆਂ ਨੂੰ ਇਕ ਦੂਜੇ ਨਾਲ ਲੜਨ ਲਈ ਭੜਕਾ ਰਹੀ ਹੈ
ਪੰਜਾਬੀ ਖ਼ਬਰਸਾਬ ਬਿਉਰੋ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਕਿਉਂਕਿ ਪਾਰਟੀ ਹੀ ਪੰਜਾਬ ਦੇ ਅਮੀਰ ਸਭਿਆਚਾਰ ਵਿਰਸੇ ਤੇ ਰਵਾਇਤਾਂ ਦਾ ਅਸਲ ਉੱਤਰਾਧਿਕਾਰੀ ਹੈ ਤੇ ਉਹਨਾਂ ਐਲਾਨ ਕੀਤਾ ਕਿ ਪਾਰਟੀ ਸਰਬੱਤ ਦੇ ਭਲੇ ਦੇ ਇਸਦੇ ਮੂਲ ਸਿਧਾਂਤ ਮੁਤਾਬਕ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਥੇ ਮਾਘੀ ਮੇਲੇ ’ਤੇ ਵਿਸ਼ਾਲ ਇਕੱਠ ਜਿਸ ਦੌਰਾਨ ਹਜ਼ਾਰਾਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਇਕਜੁੱਟਤਾ ਪ੍ਰਗਟਾਈ, ਨੂੰ ਸੰਬੋਘਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸਿਰਫ ਉਸੇ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਹੈ ਜਿਸਨੇ ਰਿਕਾਰਡ ਵਿਕਾਸ ਕਰਵਾਇਆ, ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰਹਿਣੀ ਯਕੀਨੀ ਬਣਾਈ। ਉਹਨਾਂ ਕਿਹਾ ਕਿ ਦੂਜੇ ਪਾਸੇ ਉਹ ਸਰਕਾਰ ਹੈ ਜਿਸਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪੁਸ਼ਤ ਪਨਾਹੀ ਕੀਤੀ ਅਤੇ ਜਿਸ ਵਿਚ ਸੂਬੇ ਨੂੰ ਆਰਥਿਕ ਤੌਰ ’ਤੇ ਤਬਾਹ ਕਰਨ ਦੀ ਸਮਰਥਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਵੇਖ ਲਿਆ ਹੈ ਕਿ ਕਿਵੇਂ ਪਿਛਲੀ ਕਾਂਗਰਸ ਸਰਕਾਰ ਨੇ ਝੂਠੇ ਵਾਅਦੇ ਕੀਤੇ ਜੋ ਕਦੇ ਪੂਰੇ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਪੰਜਾਬੀ ਭਾਰਤੀ ਜਨਤਾ ਪਾਰਟੀ ਤੋਂ ਜ਼ਿਆਦਾ ਆਸਾਂ ਨਹੀਂ ਲਗਾ ਸਕਦੇ ਕਿਉਂਕਿ ਇਹਪਾਰਟੀ ਪੰਜਾਬੀਆਂ ਨੂੰ ਇਕ ਦੂਜੇ ਖਿਲਾਫ ਲੜਨ ਲਈ ਭੜਕਾ ਰਹੀ ਹੈ।
ਪੰਜਾਬੀਆਂ ਨੂੰ ਫੈਸਲੇ ਲੈਣ ਤੋਂ ਪਹਿਲਾਂ ਸੋਚ ਵਿਚਾਰ ਕਰਨ ਦੀ ਸਲਾਹ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪਹਿਲਾਂ ਵੀ ਇਕ ਮੌਕੇ ਦੇ ਨਾਅਰੇ ਕਾਰਨ ਭਾਵਨਾਵਾਂ ਦੇ ਵਹਿਣ ਵਿਚ ਵਹਿ ਚੁੱਕੇ ਹਨ। ਉਹਨਾਂ ਕਿਹਾ ਕਿ ਪਿਛਲੇ 8 ਮਹੀਨਿਆਂ ਵਿਚ ਇਹ ਨਾਅਰਾ ਵੀ ਖੋਖਲਾ ਸਾਬਤ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਇੰਨਾ ਸੰਤਾਪ ਕਦੇ ਨਹੀਂ ਹੰਢਾਇਆ। ਉਹਨਾਂ ਕਿਹਾ ਕਿ ਲੁੱਟਾਂ ਖੋਹਾਂ, ਡਕੈਤੀਆਂ ਤੇ ਫਿਰੌਤੀਆਂ ਆਮ ਆਦਮੀ ਨੂੰ ਪ੍ਰਭਾਵਤ ਕਰ ਰਹੀਆਂ ਹਨ।ਉਦਯੋਗ ਸੂਬੇ ਵਿਚੋਂ ਬਾਹਰ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਠੱਪ ਪਏ ਹਨ। ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਪੂਰੇ ਨਹੀਂ ਕੀਤੇ ਗਏ। ਸ: ਬਾਦਲ ਨੇ ਪੰਜਾਬੀਆਂ ਨੂੰ ਆਖਿਆ ਕਿ ਉਹ ਰਾਹੁਲ ਗਾਂਧੀ ਦਾ ਸਵਾਗਤ ਕਰਨ ਤੋਂ ਪਹਿਲਾਂ ਵੀ ਆਪਣੇ ਮਨਾਂ ਵਿਚ ਵਿਚਾਰ ਕਰ ਲੈਣ ਕਿਉਂਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਨੇ ਪੰਜਾਬ ਅਤੇ ਸਿੱਖ ਕੌਮ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੇ ਹੁਕਮ ਦਿੱਤੇ ਸਨ ਤੇ ਉਸਦੇ ਪੁੱਤਰ ਰਾਜੀਵ ਗਾਂਧੀ ਨੇ 1984 ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਗਾਂਧੀ ਪਰਿਵਾਰ ਪੰਜਾਬ ਦਾ ਪਾਣੀ ਰਾਈਪੇਰੀਅਨ ਸਿਧਾਂਤਾਂ ਦੇ ਉਲਟ ਰਾਜਸਥਾਨ ਨੂੰ ਦੇਣ ਲਈ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਇੰਦਰਾ ਗਾਂਧੀ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਕੰਮ ਸ਼ੁਰੂ ਕਰਵਾਇਆ ਤੇ ਜੇਕਰ ਅਕਾਲੀ ਦਲ ਵਿਰੋਧ ਨਾ ਕਰਦਾ ਤਾਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇ ਦੇਣਾ ਸੀ ਜਿਸ ਕਾਰਨ ਸੂਬੇ ਵਿਚ ਤਬਾਹੀ ਮਚ ਜਾਣੀ ਸੀ।
ਸ: ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਅਣਕਿਆਸਾ ਵਿਕਾਸ ਹੋਇਆ। ਉਹਨਾਂ ਕਿਹਾ ਕਿ ਅਸੀਂ ਯੋਜਨਾਬੱਧ ਤਰੀਕੇ ਨਾਲ ਸੂਬੇ ਦਾ ਵਿਕਾਸ ਕੀਤਾ। ਪਹਿਲਾਂ ਅਸੀਂ ਸੂਬੇ ਵਿਚ ਸਿੰਜਾਈ ਨੈਟਵਰਕ ਬਣਾਇਆ, ਫਿਰ ਅਨਾਜ ਦੀ ਖਰੀਦ ਲਈ ਮੰਡੀਆਂ ਬਣਾਈਆਂ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਅਤੇ ਸੂਬੇ ਵਿਚ ਵਿਸ਼ਵ ਪੱਧਰੀ ਸੜਕਾਂ ਤੇ ਹਵਾਈ ਅੱਡੇ ਬਣਾਉਣ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪ੍ਰਾਪਤੀਆਂ ਦੇ ਕਾਰਨ ਹੀ ਵਿਰੋਧੀ ਧਿਰ ਨੇ 2015 ਵਿਚ ਬੇਅਦਬੀ ਤੇ ਹੋਰ ਮਾਮਲਿਆਂ ’ਤੇ ਅਕਾਲੀ ਦਲ ਦੇ ਖਿਲਾਫ ਝੂਠੀ ਦੂਸ਼ਣਬਾਜ਼ੀ ਸ਼ੁਰੂ ਕਰ ਦਿੱਤੀ। ਉਹਨਾਂ ਕਿਹਾ ਕਿ ਬਾਅਦ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵੇਂ ਬੇਨਕਾਬ ਹੋ ਗਈਆਂ। ਉਹਨਾਂ ਕਿਹਾ ਕਿ ਬੇਅਦਬੀ ਦੀ ਜਾਂਚ ਕਰ ਰਹੀ ਐਸ ਆਈ ਟੀ ਨੇ ਇਕ ਵੀ ਅਕਾਲੀ ਵਰਕਰ ਜਾਂ ਲੀਡਰ ਦਾ ਨਾਂ ਅਦਾਲਤ ਵਿਚ ਪੇਸ਼ ਕੀਤੇ ਚਲਾਨ ਵਿਚ ਸ਼ਾਮਲ ਨਹੀਂ ਕੀਤਾ। ਸ: ਬਾਦਲ ਇਹਵੀ ਦੱਸਿਆ ਕਿ ਕਿਵੇਂ ਬਿਜਲੀ ਸੈਕਟਰ ਜਿਸਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਮਜ਼ਬੂਤ ਕੀਤਾ ਗਿਆ, ਹੁਣ ਔਖੇ ਸਮੇਂ ਵਿਚ ਹੈ ਤੇ ਪਿਛਲੇ 6 ਸਾਲਾਂ ਤੋਂ ਸੂਬੇ ਵਿਚ ਕੋਈ ਨਵਾਂ ਥਰਮਲ ਪਲਾਂਟ ਨਹੀਂ ਲੱਗਾ। ਉਹਨਾਂ ਕਿਹਾ ਕਿ ਇਸ ਕਾਰਨ ਹੀ ਬਿਜਲੀ ਕੱਟ ਲੱਗ ਰਹੇ ਹਨ ਤੇ ਆਉਂਦੀਆਂ ਗਰਮੀਆਂ ਵਿਚ ਹਾਲਾਤਹੋਰ ਮਾੜੇ ਹੋਣਗੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਦੇ ਐਮ ਪੀ ਰਵਨੀਤ ਬਿੱਟੂ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿਚ ਉਹਨਾਂ ਕਿਹਾ ਸੀ ਕਿ ਉਹਨਾਂ ਰਾਹੁਲ ਗਾਂਧੀ ਕਾਰਨ ਦਸਤਾਰ ਸਜਾਉਣੀ ਸ਼ੁਰੂ ਕੀਤੀ। ਉਹਨਾਂ ਕਿਹਾ ਕਿ ਸਾਹਿਬਜ਼ਾਦੇ ਸ਼ਹਾਦਤ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਅਦੂਲੀ ਕਰਨ ਅਤੇ ਵੀਰ ਬਾਲ ਦਿਵਸ ਮਨਾਉਣ ਲਈ ਕੇਂਦਰ ਨੂੰ ਚਿੱਠੀ ਲਿਖਣ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਵੀ ਨਿਖੇਧੀ ਕੀਤੀ। ਉਹਨਾਂ ਨੇ ਸਿੱਖ ਫੌਜੀਆਂ ਲਈ ਹੈਲਮਟ ਲਾਜ਼ਮੀ ਕਰਨ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਇਸਨੁੰ ਸਿੱਖ ਪਛਾਣ ’ਤੇ ਹਮਲਾ ਕਰਾਰ ਦਿੱਤਾ। ਬਹੁਜਨ ਸਮਾਜ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਰਿਕਾਰਡ ਜਿੱਤ ਦਰਜ ਕਰੇਗਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਸਰਕਾਰੀ ਆਸਾਮੀਆਂ ਭਰਨ ਵੇਲੇ ਦਲਿਤ ਭਾਈਚਾਰੇ ਨਾਲ ਬਹੁਤ ਅਨਿਆਂ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਖੋਂ, ਮਨਤਾਰ ਸਿੰਘ ਬਰਾੜ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਨਛੱਤਰਪਾਲ, ਗੁਰਪ੍ਰਤਾਪ ਸਿੰਘ ਵਡਾਲਾ, ਸੁਖਵਿੰਦਰ ਸੁੱਖੀ, ਹਰਪ੍ਰੀਤ ਸਿੰਘ ਕੋਟਭਾਈ, ਪਰਮਬੰਸ ਸਿੰਘ ਰੋਮਾਣਾ, ਹਰਦੀਪ ਸਿੰਘ ਢਿੱਲੋਂ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਸੰਬੋਧਨ ਕੀਤਾ।
ਸਥਾਨਕ ਕੇ.ਵੀ.ਕੇ. ਵਿਖੇ ਬੱਕਰੀ ਪਾਲਣ ਸਬੰਧੀ ਸਿਖਲਾਈ ਕੋਰਸ ਆਯੋਜਤ
ਬੱਕਰੀ ਪਾਲਣ ਨਾਲ ਸਬੰਧਤ ਵਿਸ਼ਿਆਂ ਤੇ ਵਿਸਥਾਰਪੂਰਵਕ ਕੀਤੀ ਗਈ ਜਾਣਕਾਰੀ ਸਾਂਝੀ
ਸਿਖਿਆਰਥੀਆਂ ਨੂੰ ਸਫ਼ਲ ਬੱਕਰੀ ਪਾਲਕਾਂ ਦੇ ਫ਼ਾਰਮਾਂ ਦਾ ਕਰਵਾਇਆ ਗਿਆ ਦੌਰਾ
ਸੁਖਜਿੰਦਰ ਮਾਨ
ਬਠਿੰਡਾ, 14 ਜਨਵਰੀ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਸਮੇਂ-ਸਮੇਂ ਤੇ ਕਰਵਾਏ ਜਾਂਦੇ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਕੜੀ ਤਹਿਤ ਹੀ 9 ਤੋਂ 13 ਜਨਵਰੀ 2023 ਤੱਕ ਬੱਕਰੀ ਪਾਲਣ ਸਬੰਧੀ ਕਿੱਤਾਮੁਖੀ ਕੋਰਸ ਆਯੋਜਤ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਕੇ.ਵੀ.ਕੇ. ਡਾ. ਗੁਰਦੀਪ ਸਿੰਘ ਸਿੱਧੂ ਨੇ ਦਿੱਤੀ। ਇਸ ਮੌਕੇ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਉਂਦਿਆਂ ਕਿਸਾਨਾਂ ਨੂੰ ਕੇਂਦਰ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ ਹੈ ਤਾਂ ਕਿ ਬੱਕਰੀ ਪਾਲਣ ਦੇ ਕਿੱਤੇ ਨੂੰ ਵੱਧ ਤੋਂ ਵੱਧ ਪ੍ਰਫ਼ੁੱਲਤ ਕੀਤਾ ਜਾ ਸਕੇ। ਇਸ ਦੌਰਾਨ ਡਾ. ਅਜੀਤਪਾਲ ਸਿੰਘ ਧਾਲੀਵਾਲ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸ਼ੁਰੂ ਕੀਤੇ ਗਏ ਇਸ ਸਿਖਲਾਈ ਕੋਰਸ ਦੌਰਾਨ ਵੱਖ-ਵੱਖ ਬੱਕਰੀ ਪਾਲਣ ਨਾਲ ਸਬੰਧਤ ਵਿਸ਼ਿਆਂ ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਜਿਸ ਵਿੱਚ ਬੱਕਰੀਆਂ ਦੀਆਂ ਨਸ਼ਲਾਂ, ਸੈਡਾਂ ਦੀ ਬਣਤਰ, ਖ਼ੁਰਾਕ ਅਤੇ ਚਾਰੇ ਦਾ ਪ੍ਰਬੰਧ, ਮੰਡੀਕਰਨ ਸਹਿਤ ਬੱਕਰੀਆਂ ਦੀਆਂ ਬਿਮਾਰੀਆਂ ਤੇ ਟੀਕਾਕਰਨ ਸ਼ਾਮਲ ਸਨ। ਇਸ ਤਰ੍ਹਾਂ ਹੀ ਡਾ. ਸਰਵਪ੍ਰਿਆ ਸਿੰਘ ਦੁਆਰਾ ਵੱਖ-ਵੱਖ ਸਹਾਇਕ ਕਿੱਤਿਆਂ ਦੀ ਆਰਥਿਕਤਾ ਬਾਰੇ ਦੱਸਿਆ ਗਿਆ ਅਤੇ ਬੈਂਕ ਅਧਿਕਾਰੀਆਂ ਦੇ ਲੈਕਚਰ ਜ਼ਰੀਏ ਬੈਂਕਾਂ ਦੀਆਂ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਿਖਲਾਈ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਬਠਿੰਡੇ ਜ਼ਿਲ੍ਹੇ ਦੇ ਸਫ਼ਲ ਬੱਕਰੀ ਪਾਲਕਾਂ ਦੇ ਫ਼ਾਰਮਾਂ ਦਾ ਦੌਰਾ ਵੀ ਕਰਵਾਇਆ ਗਿਆ। ਕੋਰਸ ਦੇ ਆਖਰੀ ਦਿਨ ਡਾ. ਜਸਵਿੰਦਰ ਕੌਰ ਬਰਾੜ ਸਹਿਯੋਗੀ ਪ੍ਰੋ: ਹੋਮਸਾਇੰਸ ਦੁਆਰਾ ਕਿੱਤਾਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏ ਸਿਖਿਆਰਥੀਆਂ ਨੂੰ ਇਸ ਕੰਮ ਨੂੰ ਕਿੱਤੇ ਦੇ ਤੌਰ ਤੇ ਅਪਣਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਪੈਰਾਂ ਤੇ ਖੜ੍ਹੇ ਹੋ ਕਿ ਆਪਣੇ ਘਰ ਦੀ ਆਰਥਿਕ ਹਾਲਤ ਨੂੰ ਬੇਹਤਰ ਬਣਾਉਣ ਵਿੱਚ ਬਣਦਾ ਯੋਗਦਾਨ ਪਾ ਸਕਣ।
ਮੁੱਖ ਮੰਤਰੀ ਨੇ ਕੁਰਾਲੀ ਦੇ ਸਿਹਤ ਕੇਂਦਰ ਦਾ ਕੀਤਾ ਅਚਨਚੇਤ ਦੌਰਾ
ਸਿੱਖਿਆ, ਸਿਹਤ ਅਤੇ ਰੁਜ਼ਗਾਰ ਖੇਤਰ ਵਿੱਚ ਵੱਡੇ ਸੁਧਾਰ ਲਿਆਂਦੇ ਜਾਣਗੇ-ਮੁੱਖ ਮੰਤਰੀ
ਲੋਕ ਭਲਾਈ ਨਾਲ ਜੁੜੇ ਖੇਤਰਾਂ ਲਈ ਫੰਡ ਦੀ ਕੋਈ ਕਮੀ ਨਹੀਂ
ਪੰਜਾਬੀ ਖ਼ਬਰਸਾਬ ਬਿਉਰੋ
ਕੁਰਾਲੀ (ਐਸ.ਏ.ਐਸ. ਨਗਰ, ਮੁਹਾਲੀ), 14 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਦੀ ਮੁਕੰਮਲ ਕਾਇਆਕਲਪ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਕਾਰਜਾਂ ਵਿਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸਥਾਨਕ ਸਿਹਤ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਖੇਤਰਾਂ ਦੀ ਸੁਰਜੀਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਇਹ ਖੇਤਰ ਸਿੱਧੇ ਤੌਰ ’ਤੇ ਲੋਕ ਭਲਾਈ ਨਾਲ ਜੁੜੇ ਹੋਏ ਹਨ। ਅੱਜ ਦੇ ਦੌਰੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਚਨਚੇਤੀ ਦੌਰਿਆਂ ਦਾ ਮਕਸਦ ਨੁਕਸ ਕੱਢਣਾ ਨਹੀਂ ਹੈ ਸਗੋਂ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਦਾ ਸਪੱਸ਼ਟ ਉਦੇਸ਼ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹੇਠਲੇ ਪੱਧਰ ’ਤੇ ਮੌਜੂਦ ਵਿਵਸਥਾ ਦਾ ਪਤਾ ਲਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਇਨ੍ਹਾਂ ਖੇਤਰਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬਾ ਇਨ੍ਹਾਂ ਖੇਤਰਾਂ ਵਿੱਚ ਪਛੜ ਗਿਆ। ਮੁੱਖ ਮੰਤਰੀ ਨੇ ਕੁਰਾਲੀ ਦੇ ਸਿਹਤ ਕੇਂਦਰ ਨੂੰ ਮੁਕੰਮਲ ਰੂਪ ਵਿੱਚ ਸੁਧਾਰਨ ਦਾ ਐਲਾਨ ਕਰਦਿਆਂ ਕਿਹਾ ਕਿ ਇੱਥੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਕੇਂਦਰ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਉਨ੍ਹਾਂ ਦੇ ਦਰਾਂ ’ਤੇ ਹੀ ਮਿਲ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਰੂਪ ਵਿੱਚ ਸੂਬੇ ਵਿੱਚ ਇੱਕ ਨਵੀਂ ਕ੍ਰਾਂਤੀ ਆਈ ਹੈ ਜਿਸ ਵਿੱਚ ਲੋਕ ਬਿਹਤਰ ਸਿਹਤ ਸੇਵਾਵਾਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 27 ਜਨਵਰੀ ਤੱਕ ਸੂਬੇ ਭਰ ਵਿੱਚ ਅਜਿਹੇ 500 ਕਲੀਨਿਕ ਚਾਲੂ ਹੋ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫਤ ਕਲੀਨਿਕਲ ਟੈਸਟਾਂ ਦੇ ਨਾਲ-ਨਾਲ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਵੀ ਮੁਫਤ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਨਵੇਂ ਮੈਡੀਕਲ ਕਾਲਜ ਵੀ ਖੋਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਿਰਫ਼ ਰੈਫ਼ਰਲ ਸੈਂਟਰਾਂ ਵਜੋਂ ਕੰਮ ਨਾ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸ਼ੁਰੂਆਤੀ ਪਲ ਬਹੁਤ ਮਹੱਤਵਪੂਰਨ ਹੁੰਦੇ ਹਨ ਜਿਸ ਕਰਕੇ ਇਸ ਸਮੇਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਦੀ ਮਜ਼ਬੂਤੀ ਨਾਲ ਸੂਬੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਸੂਬੇ ਦੇ ਨੌਜਵਾਨਾਂ ਦੇ ਦੂਜੇ ਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਣ ਲਈ ਅਣਥੱਕ ਯਤਨ ਕਰ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਹੋਰ ਵੀ ਮੌਜੂਦ ਸਨ।
ਸ਼ਹੀਦ ਜਰਨੈਲ ਸਿੰਘ ਵੈਲਫ਼ੇਅਰ ਸੁਸਾਇਟੀ ਨੇ ‘ ਧੀਆਂ ਦੀ ਲੋਹੜੀ ’ ਧੂਮਧਾਮ ਨਾਲ ਮਨਾਈ
ਸੁਖਜਿੰਦਰ ਮਾਨ
ਬਠਿੰਡਾ, 14 ਜਨਵਰੀ :- ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਸ਼ਹੀਦੀ ਯਾਦਗਾਰ ਉਪਰ ਲੋਹੜੀ ਮੌਕੇ ਇਵਨਿੰਗ ਸਕੂਲ ਦੇ ਬੱਚਿਆਂ ਨਾਲ ‘ਧੀਆਂ ਦੀ ਲੋਹੜੀ’ ਮਨਾਈ ਗਈ। ਇਸ ਲੋਹੜੀ ਵਿੱਚ ਟੀਚਰ ਸ੍ਰੀਮਤੀ ਵੰਦਨਾ ਅਰੌੜਾ ਅਤੇ ਸਕੂਲ ਮਿਊਂਜਿਕ ਟੀਚਰ ਬਲਕਰਣ ਸਿੰਘ ਅਪਣੀ ਟੀਮ ਸਮੇਤ ਪਹੁੰਚੇ। ਬੱਚਿਆਂ ਦੁਆਰਾ ਲੋਹੜੀ ਦੀ ਸ਼ੁਰੂਆਤ ਲੋਕ ਗੀਤ ਗਾ ਕੇ ਕੀਤੀ ਗਈ। ਇਸਤੋਂ ਬਾਅਦ ਢੌਲ ਧਮਾਕੇ ਨਾਲ ਬੋਲੀਆਂ ਪਾਕੇ ਮਾਹੋਲ ਨੂੰ ਖੂਬਸੁਰਤ ਕਰ ਦਿੱਤਾ। ਬੱਚਿਆਂ ਦੁਆਰਾ ਲੋਹੜੀ ਗੀਤ ‘ਸੁੰਦਰੀ ਮੁੰਦਰੀ ਹੋ,’ ਗੀਤ ਗਾਇਆ ਗਿਆ। ਬੱਚਿਆਂ ਨੂੰ ਮੂੰਗਫਲੀਆਂ, ਰੇਵੜੀਆਂ, ਗੱਜਕਾਂ ਆਦਿ ਦਿੱਤੀਆਂ ਗਈ। ਇਸਤੋਂ ਬਾਅਦ ਸੁਸਾਇਟੀ ਵੱਲੋਂ 5 ਨਵਜੰਮੀਆਂ ਧੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਸਰਪ੍ਰਸਤ ਸ੍ਰ. ਤਰਲੌਚਨ ਸਿੰਘ ਨੇ ਦੱਸਿਆ ਕਿ ਕਿਸ ਤਰ੍ਹਾਂ ਸਮਾਜ ਵਿੱਚ ਲੜਕੇ ਦੀ ਚਾਹ ਵਿੱਚ ਲੜਕਿਆਂ ਨੂੰ ਕੁੱਖਾ ਵਿੱਚ ਹੀ ਮਰਵਾ ਦਿੱਤਾ ਜਾਂਦਾ ਹੈ, ਪਰ ਉਨਾਂ ਨੂੰ ਇਹ ਨਹੀ ਪਤਾ ਕਿ ਲੜਕੀਆਂ ਵੀ ਸਮਾਜ ਵਿੱਚ ਅਪਣਾ ਯੋਗਦਾਨ ਪਾਕੇ ਅਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰ ਰਹੀਆਂ ਹਨ। ਇਸ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਮਾਜ ਨੂੰ ਸੰਦੇਸ਼ ਦੇਣ ਲਈ ਸੁਸਾਇਟੀ ਵੱਲੋਂ ਧੀਆਂ ਦੀ ਲੋਹੜੀ ਦਾ ਆਯੋਜਨ ਕੀਤਾ ਗਿਆ। ਇਸ ਤੋਂ ਬਾਅਦ ਸ੍ਰੀਮਤੀ ਚੰਦਰ ਪ੍ਰਭਾ ਵੱਲੋਂ ਅਪਣੇ ਜਨਮਦਿਨ ਤੇ ਬੱਚਿਆਂ ਨੂੰ ਠੰਢ ਤੋਂ ਬੱਚਣ ਲਈਂ ਗਰਮ ਜੁਰਾਬਾਂ ਦਿੱਤੀਆਂ ਗਈਆਂ। ਇਸ ਮੌਕੇ ਤੇ ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ, ਮਹਿੰਦਰ ਸਿੰਘ ਐਫ.ਸੀ.ਆਈ.,ਸੰਜੀਵ ਕੁਮਾਰ, ਚੰਦਰ ਅਮਨ ਮੈਡੀਕਲ ਵਾਲੇ, ਸੁਰਿੰਦਰਪਾਲ ਸਿੰਘ ਮੁਲਤਾਨੀਆਂ ਰੋਡ, ਗੁਰਮੀਤ ਸਿੰਘ ਗਾਲਾ, ਰੋਸਨ, ਰਾਜ, ਬਲਜੀਤ ਕੋਰ ਇਵਨਿੰਗ ਸਕੂਲ ਟੀਚਰ ਆਦਿ ਮੌਜੂਦ ਸਨ।
ਦੁਬਈ ਦੇ ਸਭ ਤੋਂ ਵੱਡੇ ਗੁਰਦੂਆਰਾ ਸਾਹਿਬ ਦੀ ਵਰੇਗੰਢ ਅੱਜ, ਗਿਆਨੀ ਹਰਪ੍ਰੀਤ ਸਿੰਘ ਪੁੱਜੇ
ਰਾਏ ਕੱਲਾ ਦੇ ਪ੍ਰਵਾਰ ਵਲੋਂ ਰਾਏ ਅਜ਼ੀਜ਼ਉੱਲਾ ਖਾਨ ਕਰਵਾਉਣਗੇ ਸ਼ਰਧਾਲੂਆਂ ਨੂੰ ਗੰਗਾ ਸਾਗਰ ਦੇ ਦਰਸ਼ਨ
ਸੁਖਜਿੰਦਰ ਮਾਨ
ਬਠਿੰਡਾ, 14 ਜਨਵਰੀ :-11 ਸਾਲ ਪਹਿਲਾਂ ਦੁਬਈ ’ਚ ਬਣੇ ਸਭ ਤੋਂ ਵੱਡੇ ਗੁਰੂ ਨਾਨਕ ਦਰਬਾਰ ਸਾਹਿਬ ਦੀ ਭਲਕੇ ਐਤਵਾਰ ਨੂੰ ਵਿਸਵ ਪੱਧਰ ’ਤੇ ਵਰੇਗੰਢ ਮਨਾਈ ਜਾ ਰਹੀ ਹੈ, ਜਿਸ ਵਿਚ ਹਿੱਸਾ ਲੈਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਵਿਸੇਸ਼ ਤੌਰ ’ਤੇ ਪੁੱਜ ਚੁੱਕੇ ਹਨ। ਜਿੱਥੇ ਉਹ ਸਿੱਖ ਸੰਗਤਾਂ ਨੂੰ ਸੰਬੋਧਨ ਕਰਨਗੇ। ਇਸਤੋਂ ਇਲਾਵਾ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਸੱਦੀਆਂ ਗਈਆਂ ਵਿਸਵ ਪ੍ਰਸਿੱਧ ਸਖ਼ਸੀਅਤਾਂ ਵਿਚ ਨਵਾਬ ਰਾਏ ਕੱਲਾ ਦੇ ਪ੍ਰਵਾਰ ਦੀ ਸੇਵਾ ਤੋਂ ਪ੍ਰਭਾਵਿਤ ਹੋ ਕੇ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸੀ ਗਈ ਪਵਿੱਤਰ ਗੰਗਾ ਸਾਗਰ ਲੈ ਕੇ ਇਸ ਪ੍ਰਵਾਰ ਦੀ ਨੌਵੀਂ ਪੀੜ੍ਹੀ ਦੇ ਵਾਰਸ ਅਤੇ ਪਾਕਿਸਤਾਨ ਦੇ ਸਾਬਕਾ ਐਮ.ਪੀ ਰਾਏ ਅਜ਼ੀਜ਼ ਉੱਲਾ ਖਾਨ ਨੂੰ ਵੀ ਵਿਸੇਸ ਤੌਰ ’ਤੇ ਬੁਲਾਇਆ ਗਿਆ ਹੈ, ਜਿੱਥੇ ਉਹ ਅਰਬ ਦੇਸਾਂ ਦੀਆਂ ਸਿੱਖ ਸੰਗਤਾਂ ਨੂੰ 15 ਜਨਵਰੀ ਨੂੰ ਸਵੇਰੇ 10 ਵਜੇਂ ਸ਼ਾਮ 8 ਵਜੇਂ ਤੱਕ ਇਸ ਗੰਗਾਸਾਗਰ ਦੇ ਦਰਸ਼ਨ ਕਰਵਾਉਣਗੇ। ਇਸਤੋਂ ਇਲਾਵਾ ਸਿੱਖ ਫ਼ੌਰਮ ਦੇ ਪ੍ਰਧਾਨ ਪ੍ਰੋ ਹਰੀ ਸਿੰਘ ਨੂੰ ਵੀ ਵਿਸੇਸ ਤੌਰ ’ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਦੁਬਈ ਦੀਆਂ ਸੰਗਤਾਂ ਨੇ ਦਸਿਆ ਕਿ ਇਸ ਗੁਰਦੂਆਰਾ ਸਾਹਿਬ ਨੂੰ ਵਿਲੱਖਣ ਪਹਿਚਾਣ ਦੇਣ ਵਾਲੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਲਈ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਮਾਘੀ ਤੋਂ ਇੱਕ ਦਿਨ ਬਾਅਦ ਹੋ ਰਹੇ ਇਸ ਸਮਾਗਮ ਵਿਚ ਹਿੱਸਾ ਲੈਣ ਲਈ ਅਰਬ ਦੇਸਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਪੁੱਜ ਰਹੀ ਹੈ।
ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੇ ਜ਼ਿਲ੍ਹਾ ਬਠਿੰਡਾ ਸ਼ਹਿਰੀ ਕਾਂਗਰਸ ਲੀਡਰਸ਼ਿਪ ਨੇ ਕੀਤਾ ਦੁਖ ਪ੍ਰਗਟ
ਕਾਂਗਰਸ ਦਫ਼ਤਰ ਵਿਖੇ ਦੋ ਮਿੰਟ ਦਾ ਮੋਨ ਰੱਖ ਕੇ ਸਵ ਸੰਤੋਖ ਸਿੰਘ ਚੌਧਰੀ ਅਤੇ ਡਾ ਪਰਾਗ ਮਹੇਸ਼ਵਰੀ ਨੂੰ ਦਿੱਤੀ ਸ਼ਰਧਾਂਜਲੀ
ਸੁਖਜਿੰਦਰ ਮਾਨ
ਬਠਿੰਡਾ, 14 ਜਨਵਰੀ :-ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਜਿਨ੍ਹਾਂ ਦਾ ਅੱਜ ਸਵੇਰੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਵਿੱਚ ਅਚਾਨਕ ਬਿਮਾਰ ਹੋਣ ਕਰਕੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ, ਦੀ ਬੇਵਕਤੀ ਮੌਤ ਉਪਰ ਅੱਜ ਜ਼ਿਲ੍ਹਾ ਬਠਿੰਡਾ ਸ਼ਹਿਰੀ ਕਾਂਗਰਸ ਲੀਡਰਸ਼ਿਪ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ। ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਵਕੀਲ ਰਾਜਨ ਗਰਗ ਦੀ ਅਗਵਾਈ ਵਿੱਚ ਅੱਜ ਕਾਂਗਰਸ ਦਫਤਰ ਵਿਖੇ ਦੋ ਮਿੰਟ ਦਾ ਮੋਨ ਰੱਖ ਕੇ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਬਠਿੰਡਾ ਦੇ ਮਸ਼ਹੂਰ ਡਾਕਟਰ ਰਾਜੇਸ਼ ਮਹੇਸ਼ਵਰੀ ਦੇ ਨੌਜਵਾਨ ਸਪੁੱਤਰ ਡਾਕਟਰ ਪਰਾਗ ਮਹੇਸ਼ਵਰੀ ਜਿਨ੍ਹਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਦੇ ਦਿਹਾਂਤ ਤੇ ਵੀ ਦੁੱਖ ਪ੍ਰਗਟ ਕੀਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਸੰਵੇਦਨਾ ਵਿਅਕਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਠਿੰਡਾ ਸ਼ਹਿਰੀ ਕਾਂਗਰਸ ਦੇ ਸਮੂਹ ਔਹਦੇਦਾਰ ਕੌਂਸਲਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਬੁਲਾਰਿਆਂ ਨੇ ਸਵ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਆਪਣੇ ਹਲਕੇ ਦੇ ਵਿਕਾਸ ਅਤੇ ਪੰਜਾਬ ਦੀ ਚੜ੍ਹਦੀ ਕਲਾ ਅਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਸ਼ਲਾਘਾਯੋਗ ਕੰਮਾਂ ਨੂੰ ਯਾਦ ਕੀਤਾ । ਇਸ ਮੌਕੇ ਬਲਰਾਜ ਸਿੰਘ ਅਤੇ ਹਰਵਿੰਦਰ ਸਿੰਘ ਲੱਡੂ (ਬਲਾਕ ਪ੍ਰਧਾਨ), ਜਨਰਲ ਸਕੱਤਰ ਰੁਪਿੰਦਰ ਬਿੰਦਰਾ, ਅਸ਼ੀਸ਼ ਕਪੂਰ ਦਫਤਰ ਇੰਚਾਰਜ ਬਠਿੰਡਾ ਸ਼ਹਿਰੀ ਕਾਂਗਰਸ, ਪੀਪੀਸੀਸੀ ਡੈਲੀਗੇਟ ਮਲਕੀਤ ਸਿੰਘ ਐਮ ਸੀ, ਸੁਨੀਲ ਕੁਮਾਰ, ਜਗਰਾਜ ਸਿੰਘ ,ਕਰਤਾਰ ਸਿੰਘ, ਮੇਹਰ ਚੰਦ, ਰਜਿੰਦਰ ਕੁਮਾਰ, ਯਸ਼ਪਾਲ ਬਾਂਸਲ, ਭਗਵਾਨ ਦਾਸ ਭਾਰਤੀ, ਸੁਖਦੇਵ ਸਿੰਘ ਬੁੱਟਰ,ਜਗਜੀਤ ਸਿੰਘ, ਸੰਜੇ ਵਿਸ਼ਵਾਲ ਦਪਿੰਦਰ ਮਿਸ਼ਰਾ, ਸਾਜਨ ਸ਼ਰਮਾ ,ਕ੍ਰਿਸ਼ਨਾ ਰਾਣੀ, ਬਲਵਿੰਦਰ ਬੰਗੀ, ਅਮਿਤ ਸ਼ਰਮਾ, ਸਤਨਾਮ ਸਿੰਘ ਆਦਿ ਹਾਜ਼ਰ ਸਨ।






