ਟਰੈਫ਼ਿਕ ਸਬੰਧੀ ਨਿਯਮਾਂ ਦੀ ਪਾਲਣਾ ਕਰਕੇ ਬਚ ਸਕਦੀਆਂ ਹਨ ਕੀਮਤੀ ਜਾਨਾਂ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਵਾਹਨਾਂ ਤੇ ਲਗਾਏ ਗਏ ਰਿਫ਼ਲੈਕਟਰ ਸਟਿੱਕਰ
ਸੁਖਜਿੰਦਰ ਮਾਨ
ਬਠਿੰਡਾ, 14 ਜਨਵਰੀ : ਸੂਬਾ ਸਰਕਾਰ ਵੱਲੋਂ ‘‘ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ’’ ਤਹਿਤ 17 ਜਨਵਰੀ ਤੱਕ ਮਨਾਏ ਜਾ ਰਹੇ ‘‘ਸੜ੍ਹਕ ਸੁਰੱਖਿਆ ਹਫ਼ਤਾ’’ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ ਅਤੇ ਆਰ.ਟੀ.ਏ. ਸ੍ਰੀ ਰਾਜਦੀਪ ਸਿੰਘ ਬਰਾੜ ਵੱਲੋਂ ਸਥਾਨਕ ਫਾਇਰ ਬ੍ਰਿਗੇਡ ਚੌਂਕ ਵਿਖੇ ਵੱਖ-ਵੱਖ ਵਹੀਕਲਾਂ ਦੇ ਰਿਫਲੈਕਟਰ ਸਟਿੱਕਰ ਲਗਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 17 ਜਨਵਰੀ ਤੱਕ ਮਨਾਏ ਜਾ ਰਹੇ ‘‘ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ’’ ਤਹਿਤ ਸੜਕ ਸੁਰੱਖਿਆ ਹਫ਼ਤੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਟਰੈਫ਼ਿਕ ਦੇ ਨਿਯਮਾਂ ਦੀ ਪਾਲਣਾ ਕਰਨ, ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮੇਟ ਪਹਿਨਣਾ, ਟਰੈਫਿਕ ਲਾਈਟਾਂ ’ਤੇ ਹਰੀ ਬੱਤੀ ਹੋਣ ਤੱਕ ਇੰਤਜ਼ਾਰ ਕਰਨਾ, ਕਾਰ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਜ਼ਰੂਰੀ ਆਦਿ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਾਰਨ ਹੀ ਕਈ ਤਰ੍ਹਾਂ ਦੇ ਸੜਕੀ ਹਾਦਸੇ ਵਾਪਰਦੇ ਹਨ, ਜਿਨ੍ਹਾਂ ਦੀ ਲਪੇਟ ਵਿਚ ਆਏ ਵਿਅਕਤੀ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈਂਦੇ ਹਨ। ਉਨ੍ਹਾਂ ਵੱਖ-ਵੱਖ ਵਾਹਨਾਂ ਦੇ ਡਰਾਈਵਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਵਾਜਾਈ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਤਾਂ ਕਿ ਸੜਕੀ ਹਾਦਸੇ ਨਾ ਵਾਪਰਨ ਅਤੇ ਮਨੁੱਖੀ ਕੀਮਤੀ ਜਾਨਾਂ ਬਚ ਸਕਣ। ਮੀਡੀਆ ਦੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਜਿੱਥੇ ਕਿਤੇ ਵੀ ਸੜਕ ਜਾਂ ਚੁਰਸਤਾ ਜਿਸ ਤੋਂ ਹਾਦਸਾ ਹੋਣ ਦਾ ਡਰ ਹੋਵੇ ਸਬੰਧੀ ਇਸ ਨੂੰ ਹੱਲ ਕੀਤਾ ਜਾਵੇਗਾ ਤਾਂ ਕਿ ਇਨ੍ਹਾਂ ਸਥਾਨਾਂ ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ. ਇਲਨਚੇਲੀਅਨ ਨੇ ਕਿਹਾ ਕਿ ਹਰ ਵਾਹਨ ਚਾਲਕਾਂ ਵੱਲੋਂ ਟਰੈਫ਼ਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ ਗਲਤ ਸਾਈਡ ਤੋਂ ਓਵਰਟੇਕ ਨਾ ਕਰਨ ਦੇ ਨਾਲ-ਨਾਲ ਗੱਡੀਆਂ ਪਾਰਕ ਕਰਨ ਸਮੇਂ ਵੀ ਸਹੀ ਸਥਾਨ ’ਤੇ ਹੀ ਗੱਡੀਆਂ ਪਾਰਕ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਜਾਣ ਵਾਲੀ ਟਰੈਫਿਕ ਵਿੱਚ ਵਿਘਨ ਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਸੇਵਨ ਕਰਕੇ ਵਾਹਨ ਚਲਾਉਣਾ ਘਾਤਕ ਸਿੱਧ ਹੋ ਸਕਦਾ ਹੈ। ਉਹਨਾਂ ਕਿਹਾ ਕਿ ਧੁੰਦ ਦੇ ਦਿਨਾਂ ’ਚ ਲੋਕ ਆਪਣੇ ਵਾਹਨ ਧਿਆਨ ਨਾਲ ਚਲਾਉਣ ਦੇ ਨਾਲ-ਨਾਲ ਆਪਣੇ ਵਾਹਨਾਂ ਦੀਆਂ ਲਾਈਟਾਂ ਦਾ ਜ਼ਰੂਰ ਇਸਤੇਮਾਲ ਕੀਤਾ ਜਾਵੇ ਤਾਂ ਕਿ ਲਾਈਟ ਚਲਦੀ ਹੋਣ ਕਰਕੇ ਵਹੀਕਲ ਦਾ ਦੂਰ ਤੱਕ ਪਤਾ ਲੱਗ ਸਕੇ। ਇਸ ਮੌਕੇ ਆਰ.ਟੀ.ਏ. ਸ. ਰਾਜਦੀਪ ਸਿੰਘ ਬਰਾੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕ ਸੁਰੱਖਿਆ ਹਫ਼ਤੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਟਰੱਕ ਯੂਨੀਅਨਾਂ, ਟੈਂਪੂ ਯੂਨੀਅਨਾਂ ਅਤੇ ਹੋਰ ਥਾਵਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਜਾਗਰੂਕਤਾ ਸੈਮੀਨਾਰਾਂ ਵਿੱਚ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸੈਮੀਨਾਰ ਮੌਕੇ ਡੀ.ਐਸ.ਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਮਾਨ, ਟਰੈਫ੍ਰਿਕ ਇੰਚਾਰਜ ਅਮਰੀਕ ਸਿੰਘ, ਆਸਰਾ ਵੈਲਫੇਅਰ ਸੁਸਾਇਟੀ ਪ੍ਰਧਾਨ ਸ੍ਰੀ ਰਮੇਸ਼ ਮਹਿਤਾ ਆਦਿ ਹਾਜ਼ਰ ਸਨ। ਇਸ ਮੌਕੇ ਆਸਰਾ ਵੈਲਫੇਅਰ ਸੁਸਾਇਟੀ ਵੱਲੋਂ ਰਿਫ਼ਲੈਕਟਰ ਸਟਿੱਕਰਾਂ ਦੀ ਵੰਡ ਕੀਤੀ ਗਈ।
‘‘ਸੁਰੱਖਿਅਤ ਪੰਜਾਬ-ਸੋਹਣਾ ਪੰਜਾਬ’’ ਤਹਿਤ ਬਠਿੰਡਾ ’ਚ ਕਰਵਾਇਆ ਜਾਗਰੂਕਤਾ ਪ੍ਰੋਗਰਾਮ
ਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਅਹੁਦਾ ਸੰਭਾਲਿਆ
ਪ੍ਰਿੰਟਿੰਗ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨਵੀਨਤਮ ਤਕਨਾਲੋਜੀ ਅਪਣਾਉਂਦਿਆਂ ਡਿਜ਼ੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਜਨਵਰੀ:ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਵੀ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਹਾਲ ਹੀ ਵਿੱਚ ਹੋਏ ਵਿਭਾਗਾਂ ਦੇ ਫੇਰਬਦਲ ਦੌਰਾਨ ਇਹ ਵਿਭਾਗ ਸ੍ਰੀ ਅਮਨ ਅਰੋੜਾ ਨੂੰ ਅਲਾਟ ਕੀਤਾ ਗਿਆ ਸੀ।ਅਹੁਦਾ ਸੰਭਾਲਣ ਉਪਰੰਤ ਸ੍ਰੀ ਅਮਨ ਅਰੋੜਾ ਨੇ ਪ੍ਰਿੰਟਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ. ਮੀਨਾ, ਕੰਟਰੋਲਰ ਸ੍ਰੀ ਪੁਨੀਤ ਗੋਇਲ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ।ਨਵੀਨਤਮ ਤਕਨਾਲੋਜੀ ਅਪਣਾਉਂਦਿਆਂ ਡਿਜ਼ੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਕੇ ਪ੍ਰਿਟਿੰਗ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਿੰਟਿੰਗ ਸਟੇਸ਼ਨਰੀ ਦੇ ਸਾਰੇ ਕੰਮ ਵਿਭਾਗ ਵੱਲੋਂ ਹੀ ਕੀਤੇ ਜਾਣ। ਇਕ ਹੋਰ ਵਿਭਾਗ ਦੀ ਜ਼ਿੰਮੇਵਾਰੀ ਸੌਂਪਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਮਾਲਵਾ ਕਾਲਜ ਬਠਿੰਡਾ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਸੁਖਜਿੰਦਰ ਮਾਨ
ਬਠਿੰਡਾ, 13 ਜਨਵਰੀ : ਸਥਾਨਕ ਮਾਲਵਾ ਕਾਲਜ ਵਿਖੇ ਲੋਹੜੀ ਦਾ ਤਿਉਹਾਰ ਧੁਮਧਾਮ ਨਾਲ ਮਨਾਇਆ ਗਿਆ। ਜਿਸ ਵਿਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਰਾਜ ਕੁਮਾਰ ਗੋਇਲ ਨੇ ਸੰਬੋਧਨ ਕਰਦਿਆਂ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਉਨਾਂ ਕਿਹਾ ਕਿ ਤਿਉਹਾਰਾਂਦਾ ਸਾਡੇ ਜੀਵਨ ਵਿਚ ਵਿਸ਼ੇਸ਼ ਯੋਗਦਾਨ ਹੈ, ਤਿਉਹਾਰ ਸਾਨੂੰ ਸਰਵ ਸਾਝੀਵਾਲਤਾ ਅਤੇ ਆਪਸੀ ਭਾਈਚਾਰੇ ਦੇ ਸੂਤਰ ਵਿਚ ਬੰਨਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਹਿਦਾਇਤ ਕੀਤੀ ਕਿ ਉਨ੍ਹਾਂ ਨੂੰ ਆਪਣੇ ਜੀਵਨ ਵਿਚੋ ਆਲਸ ਨੂੰ ਦੂਰ ਕਰਕੇ ਸਖਤ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਕਾਲਜ ਵਿਚ ਹੋਣ ਵਾਲੇ ਅੰਤਰ ਸੂਕਲ ਕਲਾ ‘2023 ਮੇਲਾ‘ ਜੋ ਕਿ ਮਿਤੀ 4 ਫਰਵਰੀ 2023 ਨੂੰ ਕਰਵਾਇਆ ਜਾ ਰਿਹਾ ਹੈ ਉਸ ਦਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਹੋਰਨਾ ਤੋ ਇਲਾਵਾ ਮਾਲਵਾ ਸਰੀਰਕ ਸਿੱਖਿਆ ਕਾਲਜ ਦੇ ਡਾਇਰੈਕਟਰਸ ਦਰਸ਼ਨ ਸਿੰਘ, ਡੀਨ ਸ਼੍ਰੀ ਆਰ ਸੀ ਸ਼ਰਮਾ, ਮਾਲਵਾ ਕਾਲਜ ਦੇ ਡਿਪਟੀ ਡਾਇਰੈਕਟਰ ਡਾ ਸਰਬਜੀਤ ਕੌਰ ਢਿੱਲੋਂ ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਿਵਲ ਹਸਪਤਾਲ ’ਚ ਨਵੇਂ ਬਣੇ ਡਾਇਲਸਿਸ ਵਾਰਡ ਦਾ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 13 ਜਨਵਰੀ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਰੈਡ ਕਰਾਸ ਸੁਸਾਇਟੀ ਬਠਿੰਡਾ ਵੱਲੋਂ ਐਚ.ਪੀ.ਸੀ.ਐਲ (ਮਿੱਤਲ ਐਨਰਜੀ ਲਿਮਟਿਡ ਫੁੱਲੋਖ਼ਾਰੀ) ਅਤੇ ਦੀਵਾਰਕਾ ਦਾਸ ਮਿੱਤਲ ਚੈਰੀਟੇਬਲ ਟਰਸਟ ਰਜਿਸਟਰਡ ਬਠਿੰਡਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਬਠਿੰਡਾ ਵਿਖੇ 78 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਡਾਇਲਸੈਸ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇੱਥੇ ਆਮ ਲੋਕਾਂ ਲਈ ਮੁਫ਼ਤ ਡਾਇਲਸੈਸ ਵਾਸਤੇ 9 ਆਧੁਨਿਕ ਮਸ਼ੀਨਾਂ ਲਗਾਈਆਂ ਗਈਆਂ ਹਨ, ਜਿੱਥੇ ਗਰੀਬ ਅਤੇ ਆਮ ਲੋਕਾਂ ਦੇ ਬਿਲਕੁਲ ਮੁਫ਼ਤ ਡਾਇਲਸੈਸ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਵੱਡੀਆ ਪੁਲਾਘਾਂ ਪੁੱਟੀਆਂ ਹਨ। ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਡਾਕਟਰੀ ਸਟਾਫ਼ ਤੇ ਹੋਰ ਬੁਨਿਆਦੀ ਢਾਂਚੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡਾ ਬਲਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਡਾਇਲਸਿਸ ਸੈਂਟਰ ਵਿੱਚ 9 ਅਧੁਨਿਕ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਇਨ੍ਹਾਂ ਮਸ਼ੀਨਾਂ ਨਾਲ ਪ੍ਰਤੀ ਦਿਨ 15 ਤੋਂ 18 ਮਰੀਜ਼ਾਂ ਦਾ ਡਾਇਲਸਿਸ ਕੀਤਾ ਜਾ ਸਕੇਗਾ। ਇਸ ਸੈਂਟਰ ਵਿੱਚ ਮਰੀਜਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਉਹਨਾਂ ਦੱਸਿਆ ਮੁੱਖ ਮੰਤਰੀ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੀ ਰਜਿਸ਼ਟਰੇਸ਼ਨ ਮੌਕੇ ਤੇ ਹੀ ਕੀਤੀ ਜਾਵੇਗੀ। ਹਰੇਕ ਕਮਰੇ ਵਿੱਚ ਐਲ.ਈ.ਡੀਜ਼. ਤੋਂ ਇਲਾਵਾ ਹੋਰ ਵੀ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ। ਮਰੀਜਾਂ ਦੇ ਰਿਸ਼ਤੇਦਾਰਾਂ ਤੋਂ ਠਹਿਰਾਅ ਤੋਂ ਇਲਾਵਾ ਪੀਣ ਦੇ ਪਾਣੀ ਦਾ ਵੀ ਪ੍ਰਬੰਧ ਕੀਤੀ ਗਿਆ ਹੈ। ਇਸ ਮੌਕੇ ਉਹਨਾਂ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਬਠਿੰਡਾ ਦੇ ਆਪਸੀ ਸਹਿਯੋਗ ਨਾਲ ਇਸ ਕਾਰਜ ਨੂੰ ਸ਼ਫ਼ਲਤਾਪੂਰਵਕ ਨੇਪਰੇ ਚਾੜਣ ਲਈ ਸਲਾਘਾ ਕੀਤੀ। ਡਾ ਤੇਜਵੰਤ ਸਿੰਘ ਢਿੱਲੋਂ ਨੇ ਮੀਡੀਆ, ਸਮਾਜ ਸੇਵੀ ਸੰਸਥਾਵਾਂ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਕਿ ਇਸ ਸੈਂਟਰ ਬਾਰੇ ਆਮ ਲੋਕਾਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜ਼ੋ ਆਮ ਲੋਕਾਂ ਨੂੰ ਇਸ ਦਾ ਫਾਇਦਾ ਉਠਾ ਸਕਣ। ਇਸ ਮੌਕੇ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਚੈਅਰਮੈਨ ਸ਼ੂਗਰਫੈਡ ਪੰਜਾਬ ਸ੍ਰੀ ਨਵਦੀਪ ਜੀਦਾ, ਚੈਅਰਮੇਨ ਪੰਜਾਬ ਮੀਡੀਅਮ ਇੰਡਸਟਰਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੈਅਰਮੇਨ ਪੰਜਾਬ ਟਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੈਅਰਮੇਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਸ. ਇੰਦਰਜੀਤ ਸਿੰਘ ਮਾਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਚੈਅਰਮੇਨ ਇੰਮਪਰੂਵਮੈਂਟ ਟਰਸਟ ਬਠਿੰਡਾ ਸ੍ਰੀ ਜਤਿੰਦਰ ਭੱਲਾ, ਆਪ ਦੀ ਸੂਬਾ ਮਹਿਲਾ ਵਿੰਗ ਪ੍ਰਧਾਨ ਬਲਜਿੰਦਰ ਕੌਰ ਤੁੰਗਵਾਲੀ, ਆਪ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਤਬੀਰ ਕੌਰ, ਬੀ.ਸੀ. ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜ੍ਹੀਆ ਅਤੇ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ੍ਰੀ ਅਮਰਦੀਪ ਸਿੰਘ ਰਾਜਨ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ ਸ੍ਰੀ ਜੇ.ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਿਖਲਾਈ ਅਧੀਨ ਆਈ.ਏ.ਐਸ. ਅਧਿਕਾਰੀ ਮੈਡਮ ਮਾਨਸੀ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪ੍ਰਮੁੱਖ ਸ਼ਖ਼ਸ਼ੀਅਤਾਂ ਹਾਜ਼ਰ ਸਨ।
ਮਾਪੇ ਪੁੱਤਾਂ ਵਾਂਗ ਧੀਆਂ ਦੇ ਵੀ ਮਨਾਉਣ ਤਿਉਹਾਰ : ਡਾ. ਬਲਜੀਤ ਕੌਰ
ਰਾਜ ਪੱਧਰੀ ਸਮਾਗਮ ‘‘ਧੀਆਂ ਦੀ ਲੋਹੜੀ’’ ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਜਲਦ ਮਹਿਲਾਵਾਂ ਨੂੰ ਮੁਹੱਈਆ ਹੋਵੇਗਾ 1000 ਰੁਪਏ ਪ੍ਰਤੀ ਮਹੀਨੇ ਦਾ ਤੋਹਫ਼ਾ
6 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹੋਵੇਗੀ ਨਵੀਂ ਭਰਤੀ
ਸੁਖਜਿੰਦਰ ਮਾਨ
ਬਠਿੰਡਾ, 13 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਸਥਾਨਕ ਰਾਜਿੰਦਰਾ ਕਾਲਜ ਵਿਖੇ ‘‘ਧੀਆਂ ਦੀ ਲੋਹੜੀ’’ ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਮੌਕੇ ਸੱਦਾ ਦਿੱਤਾ ਕਿ ਮਾਪੇ ਹੁਣ ਪੁੱਤਾਂ ਵਾਂਗ ਧੀਆਂ ਦੇ ਵੀ ਤਿਉਹਾਰ ਮਨਾਉਣੇ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਚ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਇਸ ਲਈ ਮਾਪਿਆਂ ਦਾ ਫਰਜ ਬਣਦਾ ਹੈ ਕਿ ਉਹ ਪੁੱਤਾਂ ਵਾਂਗ ਧੀਆਂ ਦਾ ਮਾਣ ਸਤਿਕਾਰ ਕਰਨ। ਇਸ ਮੌਕੇ ਹਲਕਾ ਬਠਿੰਡਾ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਹਲਕਾ ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਵਿਸ਼ੇਸ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਹੈ। ਸਰਕਾਰ ਵੱਲੋਂ ਲੋਕ ਭਲਾਈ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾ ਰਹੇ ਹਨ। ਸਿੱਖਿਆ ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ‘‘ਧੀਆਂ ਦੀ ਲੋਹੜੀ’’ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ। ਇਸ ਤਹਿਤ ਧੀਆਂ ਨੂੰ ਪੁੱਤਾਂ ਵਾਂਗ ਸਤਿਕਾਰ ਦੇਣ ਲਈ ਸੂਬੇ ਭਰ ਵਿੱਚ 13 ਤੋਂ 20 ਜਨਵਰੀ ਤੱਕ ਸਪਤਾਹ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰੇਗੀ ਅਤੇ ਔਰਤਾਂ ਦੀ ਸੁਰੱਖਿਆ ਤੋਂ ਇਲਾਵਾ ਲਿੰਗ ਅਨੁਪਾਤ ਵਿਚ ਵਾਧਾ ਕਰਨ ਲਈ ਜਾਗਰੂਕਤਾ ਫ਼ੈਲਾਈ ਜਾਵੇਗੀ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਦਿੱਤੀ ਜਾਣ ਵਾਲੀ ਰਾਸ਼ੀ ਸਬੰਧੀ ਡਾਟਾ ਤਿਆਰ ਕਰ ਲਿਆ ਗਿਆ ਹੈ। ਜਲਦੀ ਹੀ ਇਹ ਰਕਮ ਉਨ੍ਹਾਂ ਨੂੰ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁ?ਜ਼ਗਾਰ ਮੁਹੱਈਆ ਕਰਵਾਉਣ ਲਈ ਵੀ ਵਿਸ਼ੇਸ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਹੁਣ ਤੱਕ ਬਹੁਤ ਘੱਟ ਸਮੇਂ ਵਿਚ 25000 ਤੋਂ ਵਧੇਰੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆ ਹਨ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਲਦ ਹੀ 6000 ਨਵੀਂਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਦਿ ਦੀਆਂ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਵੀ ‘‘ਧੀਆਂ ਦੀ ਲੋਹੜੀ’’ ਮਨਾਉਣ ਨੂੰ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਲੜਕੀਆਂ ਨੂੰ ਵੀ ਪੁੱਤਾਂ ਵਾਂਗ ਮਾਣ ਸਤਿਕਾਰ ਦੇਣ ਦਾ ਸੱਦਾ ਦਿੱਤਾ।
ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼?ਰੀਮਤੀ ਮਾਧਵੀ ਕਟਾਰੀਆ ਨੇ ਸੰਬੋਧਨ ਕਰਦਿਆਂ ਧੀਆਂ ਪ੍ਰਤੀ ਮਾਣ ਸਤਿਕਾਰ ਵਧਾਉਣ ਦਾ ਸੱਦਾ ਦਿੰਦਿਆਂ ਵਿਭਾਗ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਰਾਜ ਪੱਧਰੀ ਸਮਾਗਮ ਮੌਕੇ 51 ਨਵਜਨਮੀਆਂ ਧੀਆਂ ਦੀ ਲੋਹੜੀ ਮਨਾਈ ਗਈ ਅਤੇ ਉਨ੍ਹਾਂ ਦੀਆਂ ਮਾਵਾਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਹੋਣਹਾਰ ਲੜਕੀਆਂ ਅਤੇ ਪਹੁੰਚੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਲੜਕੀਆਂ ਵੱਲੋਂ ਗਿੱਧਾ ਤੋਂ ਇਲਾਵਾ ਗੱਤਕਾ ਦੇ ਵੀ ਜੌਹਰ ਦਿਖਾਏ ਗਏ।
ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗ੍ਰਾਮ ਅਧੀਨ ਬਠਿੰਡਾ ਵਿਖੇ ਮਨਾਈ ਧੀਆਂ ਦੀ ਲੋਹੜੀ
ਚੰਗੇ ਸਮਾਜ ਦੀ ਸਿਰਜਨਾ ਲਈ ਲੜਕੀਆਂ ਨੂੰ ਵੀ ਲੜਕਿਆਂ ਦੇ ਬਰਾਬਰ ਦਿਓ ਸਿੱਖਿਆ: ਡਾ ਤੇਜਵੰਤ ਸਿੰਘ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ,12 : ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਸਿਹਤ ਵਿਭਾਗ ਅਤੇ ਪੰਜਾਬ ਨੈਸ਼ਨਲ ਬੈਂਕ ਨੇ ਸਾਂਝੇ ਤੌਰ ਤੇ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਅਧੀਨ ਜੱਚਾ ਬੱਚਾ ਹਸਪਤਾਲ ਬਠਿੰਡਾ ਵਿੱਚ ਜਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ ਅਤੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਡਾ ਸੁਖਜਿੰਦਰ ਸਿੰਘ ਗਿੱਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਪਾਮਿਲ ਬਾਂਸਲ, ਡਾ ਮਨਿਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ, ਡਾ ਰਵੀ ਕਾਂਤ, ਡਾ ਅੰਜਲੀ ਬਾਂਸਲ, ਡਾ ਰਹੁਲ ਮੈਦਾਨ, ਡਾ ਕਾਜਲ ਗੋਇਲ, ਸ੍ਰੀ ਜਤਿੰਦਰ ਮਨਕੋਟੀਆ ਜ਼ੋਨਲ ਮੈਨੇਜ਼ਰ ਪੰਜਾਬ ਨੈਸ਼ਨਲ ਬੈਂਕ, ਹਰਸ਼ ਬਾਂਸਲ ਮੈਨੇਜਰ, ਕੁਲਵੰਤ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਵਿਨੋਦ ਖੁਰਾਣਾ, ਗਗਨਦੀਪ ਸਿੰਘ, ਹਰਵਿੰਦਰ ਸਿੰਘ, ਨਰਿੰਦਰ ਕੁਮਾਰ ਬੀ.ਸੀ.ਸੀ., ਪਰਮਜੀਤ ਕੌਰ ਮੈਟਰਨ ਕੁਲਦੀਪ ਕੌਰ ਸੰਤੋਸ਼ ਰਾਣੀ ਨਰਸਿੰਗ ਸਿਸਟਰ ਨੇ ਸਮੂਲੀਅਤ ਕੀਤੀ। ਇਸ ਮੌਕੇ ਡਾ ਤੇਜਵੰਤ ਸਿੰਘ ਢਿੱਲੋ਼ ਅਤੇ ਜਤਿੰਦਰ ਮਨਕੋਟੀਆਂ ਵੱਲੋਂ ਨਵਜੰਮੀਆਂ ਬੱਚੀਆਂ ਨੂੰ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਅਤੇ ਬੱਚੀਆਂ ਤੇ ਮਾਪਿਆਂ ਨਾਲ ਲੋਹੜੀ ਮਨਾਈ ਗਈ ਅਤੇ ਮੁੰਗਫਲੀ ਅਤੇ ਰਿਊੜੀਆਂ ਵੰਡੀਆਂ ਗਈਆਂ। ਇਸ ਸਮੇਂ ਉਹਨਾਂ ਬੱਚੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਬੱਚੀਆਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਮੇਂ ਡਾ ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਸਾਰਿਆਂ ਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਜਿਲ੍ਹਾ ਬਠਿੰਡਾ ਵਿੱਚ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ। ਡਾ ਸੁਖਜਿੰਦਰ ਸਿੰਘ ਨੇ ਪੀ.ਸੀ.ਪੀ.ਐਨ.ਡੀ.ਟੀ. ਐਕਟ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਟੈਸਟ ਜਾਂ ਬੱਚੀ ਭਰੂਣ ਹੱਤਿਆ ਕਰਨ ਵਾਲੇ, ਕਰਵਾਉਣ ਵਾਲੇ ਜਾਂ ਇਸ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਸਬੰਧੀ ਸੂਚਨਾ ਦਿੰਦਾ ਹੈ ਅਤੇ ਦੋਸ਼ੀ ਪਕੜੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦਿੱਤਾ ਜਾਂਦਾ ਹੈ। ਇਸ ਮੌਕੇ ਸ੍ਰੀ ਜਤਿੰਦਰ ਮਨਕੋਟੀਆ ਨੇ ਕੁੜੀਆਂ ਲਈ ਬੈਂਕ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ ਮਨਿੰਦਰਪਾਲ ਸਿੰਘ ਨੇ ਸਮਾਜ ਵਿੱਚ ਲੜਕੀਆਂ ਨੇ ਕੀਤੀ ਤਰੱਕੀ ਦੀਆਂ ਉਦਾਹਰਣਾ ਸਹਿਤ ਵਿਸਥਾਰ ਨਾਲ ਦੱਸਿਆ। ਕੁਲਵੰਤ ਸਿੰਘ ਅਤੇ ਚਰਨਪਾਲ ਕੱੌਰ ਕੌਂਸਲਰ ਨੇ ਕਿਹਾ ਕਿ ਸਾਨੂੰ ਸਮਾਜ ਵਿੱਚੋ ਦਹੇਜ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ। ਸਾਨੂੰ ਲੜਕਿਆਂ ਨੂੰ ਵੀ ਕੁੜੀਆਂ ਦੀ ਇੱਜ਼ਤ ਕਰਨ ਲਈ ਸਮਝਾਉਣਾ ਚਾਹੀਦਾ ਹੈ। ਇਸ ਮੌਕੇ ਵਿਨੋਦ ਖੁਰਾਣਾ ਨੇ ਲੜਕੀਆਂ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਪਘੂੰੜਾ ਸਕੀਮ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਲੜਕੀਆਂ ਨੂੰ ਕੁੱਖ ਵਿਚ ਖਤਮ ਨਾ ਕੀਤਾ ਜਾਵੇ ਉਨ੍ਹਾਂ ਨੂੰ ਪੰਘੂੜਿਆਂ ਵਿਚ ਪਾ ਕੇ ਬਾਂਝ ਲੋਕਾਂ ਨੂੂੰ ਦਿੱਤਾ ਜਾਵੇ।
ਅਮਨ ਅਰੋੜਾ ਵੱਲੋਂ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਸਮੇਂ ਸਿਰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
ਅਧਿਕਾਰੀਆਂ ਨੂੰ ਮੋਹਾਲੀ ਸ਼ਹਿਰ ਦੇ ਸੁੰਦਰੀਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਵਰਗੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ.ਨਗਰ, 12 ਜਨਵਰੀ:ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਪਹਿਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਸਾਲ ਫਰਵਰੀ ਵਿਚ ਹੋਣ ਵਾਲੇ ਇਸ ਮੈਗਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰੀਆਂ ਨੂੰ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਨਿਵੇਸ਼ਕ ਸੰਮੇਲਨ ਵਾਲੀ ਥਾਂ ਤੱਕ ਜਾਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਸੂਬੇ ਦੇ ਸੰਪੂਰਨ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਅਹਿਮ ਸਿੱਧ ਹੋਵੇਗਾ ਅਤੇ ਇਸ ਮੈਗਾ ਈਵੈਂਟ ਨੂੰ ਸਫ਼ਲ ਬਣਾਉਣ ਲਈ ਵਿਸਥਾਰਤ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ 30 ਤੋਂ 31 ਜਨਵਰੀ ਤੱਕ ਹੋਣ ਵਾਲੇ ਜੀ-20 ਸੰਮੇਲਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ। ਸ਼ਹਿਰ ਦੀਆਂ ਸੜਕਾਂ ਅਤੇ ਚੌਕਾਂ ਦੇ ਸੁੰਦਰੀਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਆਖਦਿਆਂ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਦੇ ਸਬੰਧਤ ਅਧਿਕਾਰੀਆਂ ਨੂੰ ਸੜਕਾਂ ਦੇ ਦੋਵੇਂ ਪਾਸੇ ਬਿਜਲੀ ਦੇ ਖੰਭਿਆਂ, ਚੌਕਾਂ ਨਾਲ ਸਬੰਧਤ ਪੇਂਟ ਦਾ ਕੰਮ ਨੇਪਰੇ ਚਾੜ੍ਹਨ ਅਤੇ ਫੁੱਲ-ਬੂਟੇ ਲਗਾਉਣ ਦੀ ਹਦਾਇਤ ਕੀਤੀ।ਮੋਹਾਲੀ ਸ਼ਹਿਰ ਵਿੱਚ ਵਾਹਨਾਂ ਦੀ ਸੁਚਾਰੂ ਆਵਾਜਾਈ ਲਈ ਸ੍ਰੀ ਅਮਨ ਅਰੋੜਾ ਨੇ ਭੀੜ-ਭੜੱਕੇ ਵਾਲੀਆਂ ਸੜਕਾਂ, ਜਿੱਥੇ ਟਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ, ਤੋਂ ਟ?ਰੈਫਿਕ ਘਟਾਉਣ ਲਈ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਤਿੰਨ ਸੜਕਾਂ ਕੁੰਬਰਾ ਚੌਕ (ਸੈਕਟਰ-61/70 ਅਤੇ ਸੈਕਟਰ 62/69 ਦਾ ਡਿਵਾਈਡਿੰਗ ਰੋਡ ਚੌਕ) ਤੋਂ ਬਾਵਾ ਵਾਈਟ ਹਾਊਸ; ਪਿੰਡ ਮੋਹਾਲੀ ਤੋਂ ਵਾਈਪੀਐਸ ਚੌਕ; ਅਤੇ ਸੈਕਟਰ 62/63/50-51 ਚੌਕ ਤੋਂ ਸੈਕਟਰ 65/48 (ਗੋਲਫ ਰੇਂਜ) ਨੂੰ ਚੌੜਾ ਕਰਨ ਦਾ ਪ੍ਰੋਜੈਕਟ ਪ੍ਰਕਿਰਿਆ ਅਧੀਨ ਹੈ ਅਤੇ ਇਸ ’ਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਮੀਟਿੰਗ ਵਿੱਚ ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ, ਮੁੱਖ ਇੰਜਨੀਅਰ ਸ੍ਰੀ ਬਲਵਿੰਦਰ ਸਿੰਘ ਅਤੇ ਗਮਾਡਾ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਉੱਤਰੀ ਜ਼ੋਨਲ ਸਟੈਂਡਿੰਗ ਕਮੇਟੀ ਦੀ 20ਵੀਂ ਮੀਟਿੰਗ ਵਿੱਚ ਪੰਜਾਬ ਨੇ ਸੂਬੇ ਦੇ ਹੱਕਾਂ ਅਤੇ ਅੰਤਰ-ਰਾਜੀ ਮਾਮਲਿਆਂ ਉੱਤੇ ਜ਼ੋਰਦਾਰ ਤਰੀਕੇ ਨਾਲ ਆਵਾਜ਼ ਉਠਾਈ
ਪਾਣੀਆਂ ਤੇ ਚੰਡੀਗੜ੍ਹ ਉੱਤੇ ਹੱਕ, ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵਧਾਉਣ, ਕੌਮਾਂਤਰੀ ਸਰਹੱਦ ਮਜ਼ਬੂਤ ਕਰਨ, ਜ਼ਮੀਨ ਖ਼ਰੀਦਣ ਲਈ ਇਕਸਾਰ ਨੀਤੀ ਸਮੇਤ ਅਹਿਮ ਮੁੱਦੇ ਉਠਾਏ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ. ਨਗਰ, 12 ਜਨਵਰੀ: ਉੱਤਰੀ ਭਾਰਤ ਦੇ ਸੂਬਿਆਂ ਦੇ ਅੰਤਰ ਰਾਜੀ ਮਾਮਲਿਆਂ ਸੰਬੰਧੀ ਅੱਜ ਪੰਜਾਬ ਦੀ ਮੇਜ਼ਬਾਨੀ ਵਿੱਚ ਹੋਈ ਉੱਤਰੀ ਜ਼ੋਨਲ ਦੀ ਸਟੈਂਡਿੰਗ ਕਮੇਟੀ ਦੀ 20ਵੀਂ ਮੀਟਿੰਗ ਵਿੱਚ ਪੰਜਾਬ ਨੇ ਅੱਜ ਸੂਬੇ ਦੇ ਹੱਕਾਂ ਅਤੇ ਅੰਤਰ-ਰਾਜੀ ਮਾਮਲਿਆਂ ਉੱਤੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ। ਇਸ ਮੀਟਿੰਗ ਵਿੱਚ ਕੇੰਦਰੀ ਗ੍ਰਹਿ ਮੰਤਰਾਲੇ ਦੇ ਅੰਤਰ-ਰਾਜ ਕੌਂਸਲ ਸਕੱਤਰੇਤ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਦਿੱਲੀ ਸੂਬਿਆਂ ਦੇ ਮੁੱਖ ਸਕੱਤਰ, ਜੰਮੂ ਤੇ ਕਸ਼ਮੀਰ ਅਤੇ ਲੱਦਾਖ ਯੂ.ਟੀ. ਦੇ ਮੁੱਖ ਸਕੱਤਰ ਅਤੇ ਚੰਡੀਗੜ੍ਹ ਯੂ.ਟੀ. ਦੇ ਸਲਾਹਕਾਰ ਸਣੇ ਸਾਰੇ ਸੂਬਿਆਂ ਤੇ ਯੂ.ਟੀ. ਵਿੱਚੋਂ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਸ਼ਾਮਲ ਹੋਏ। ਪੰਜਾਬ ਵੱਲੋਂ ਪਾਣੀਆਂ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਉੱਤੇ ਸੂਬੇ ਦੇ ਹੱਕ, ਪਾਣੀਆਂ ਦੀ ਮੌਜੂਦਾ ਸਥਿਤੀ ਦੇ ਮੁਲਾਂਕਣ ਲਈ ਟ੍ਰਿਬਿਊਨਲ ਦੀ ਮੰਗ, ਪੰਜਾਬ ਕੋਲ ਪਾਣੀ ਦੀ ਘਾਟ, ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵਧਾਉਣ, ਸੂਬੇ ਵਿੱਚ ਚਾਰ ਘਰੇਲੂ ਹਵਾਈ ਅੱਡਿਆਂ ਤੋਂ ਉਡਾਣ ਸਕੀਮ ਸ਼ੁਰੂ ਕਰਨ, ਕੌਮਾਂਤਰੀ ਸਰਹੱਦ ਮਜ਼ਬੂਤ ਕਰਨ, ਜ਼ਮੀਨ ਖ਼ਰੀਦਣ ਲਈ ਇਕਸਾਰ ਨੀਤੀ ਬਣਾਉਣ, ਹਾਂਸੀ ਬੁਟਾਣਾ ਨਹਿਰ ਤੇ ਘੱਗਰ ਨਾਲ ਹੁੰਦੇ ਪੰਜਾਬ ਦੇ ਨੁਕਸਾਨ ਨੂੰ ਰੋਕਣ ਜਿਹੇ ਸੰਵੇਦਨਸ਼ੀਲ ਮੁੱਦਿਆਂ ਉੱਤੇ ਦਲੀਲਾਂ ਸਮੇਤ ਸੂਬੇ ਦਾ ਪੱਖ ਰੱਖਿਆ। ਆਪਣੇ ਉਦਘਾਟਨੀ ਭਾਸ਼ਣ ਵਿੱਚ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸਹਿਕਾਰੀ ਸੰਘਵਾਦ ਉੱਤੇ ਜ਼ੋਰ ਦਿੰਦਿਆਂ ਅੰਤਰ-ਸੂਬਾਈ ਮਾਮਲਿਆਂ ਨੂੰ ਉਠਾਉਣ ਅਤੇ ਇਸ ਦੇ ਹੱਲ ਲਈ ਇਸ ਮੀਟਿੰਗ ਨੂੰ ਵਧੀਆ ਮੰਚ ਕਰਾਰ ਦਿੰਦਿਆਂ ਕਿਹਾ ਕਿ ਪਾਣੀਆਂ ਦੀ ਮੌਜੂਦਾ ਸਥਿਤੀ ਅਨੁਸਾਰ ਪੰਜਾਬ ਵਿੱਚ ਪਾਣੀ ਦੀ ਘਾਟ ਕਾਰਨ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਪੰਜਾਬ ਪਿੱਤਰੀ ਸੂਬਾ ਹੋਣ ਕਰਕੇ ਸੂਬੇ ਦਾ ਆਪਣੀ ਰਾਜਧਾਨੀ ਚੰਡੀਗੜ੍ਹ ਉੱਪਰ ਪੂਰਾ ਹੱਕ ਹੈ ਜੋ ਹਾਲੇ ਤੱਕ ਉਸ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਭਾਵਨਾਤਮਕ ਮੁੱਦੇ ਹਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਨ੍ਹਾਂ ਮਾਮਲਿਆਂ ਉੱਤੇ ਸੂਬੇ ਦਾ ਪੱਖ ਰੱਖਦਿਆਂ ਹੱਕ ਜਤਾਇਆ ਗਿਆ ਹੈ। ਇਕ ਦੇਸ਼-ਇਕ ਪਰਿਵਾਰ ਦੀ ਨੀਤੀ ਉੱਤੇ ਦੇਸ਼ ਦੇ ਸਾਰੇ ਸੂਬਿਆਂ ਵਿੱਚ ਜ਼ਮੀਨ ਖ਼ਰੀਦਣ ਤੇ ਵੇਚਣ ਦੀ ਇਕਸਾਰ ਨੀਤੀ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਅਤਿ ਮਹੱਤਤਾ ਦੇ ਮੁੱਦੇ ਹੋਣ ਕਾਰਨ ਇਨ੍ਹਾਂ ਮੁੱਦਿਆਂ ਦਾ ਹੱਲ ਕੱਢਣਾ ਲਾਜ਼ਮੀ ਹੈ।ਮੀਟਿੰਗ ਵਿੱਚ ਏਜੰਡਾ ਅਨੁਸਾਰ ਚਰਚਾ ਵਿੱਚ ਹਿੱਸਾ ਲੈਂਦਿਆਂ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪਾਣੀਆਂ ਦੇ ਸਮਝੌਤਿਆਂ ਸਮੇਂ ਜੋ ਪਾਣੀ ਪੰਜਾਬ ਕੋਲ ਸੀ, ਹੁਣ ਉਹ ਬਹੁਤ ਘਟ ਗਿਆ ਹੈ। ਪੰਜਾਬ ਖ਼ੁਦ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ। ਰਾਵੀ-ਬਿਆਸ ਦੇ ਪਾਣੀ ਦੇ ਮੁਲਾਂਕਣ ਲਈ ਨਵਾਂ ਟ੍ਰਿਬਿਊਨਲ ਬਣਾਏ ਜਾਣ ਦੇ ਨਾਲ ਯਮੁਨਾ ਵਿੱਚੋਂ ਵੀ ਪੰਜਾਬ ਨੂੰ ਪਾਣੀ ਮਿਲਣਾ ਚਾਹੀਦਾ ਹੈ। ਇਸੇ ਤਰ੍ਹਾਂ ਹਾਂਸੀ-ਬੁਟਾਣਾ ਨਹਿਰ ਦੇ ਗੈਰ ਕੁਦਰਤੀ ਨਿਰਮਾਣ ਨਾਲ ਪੰਜਾਬ ਦੇ 38 ਪਿੰਡ ਹੜ੍ਹਾਂ ਦੇ ਸ਼ਿਕਾਰ ਹੁੰਦੇ ਹਨ। ਹਰਿਆਣਾ ਲਿਸਾਰਾ ਨਾਲੇ ਦਾ ਹੱਲ ਕਰੇ।ਭਾਖੜਾ ਮੇਨ ਲਾਈਨ ਉੱਤੇ ਮਿੰਨੀ ਹਾਈਡਲ ਪ੍ਰਾਜੈਕਟ ਲਗਾਏ ਜਾਣੇ ਚਾਹੀਦੇ ਹਨ।ਇਸੇ ਤਰ੍ਹਾਂ ਬੀਬੀਐਮਬੀ ਵਿੱਚ ਪੰਜਾਬ ਦਾ ਪੱਕਾ ਮੈਂਬਰ ਨਿਯੁਕਤ ਕੀਤਾ ਜਾਵੇ।
ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਨੇ ਪੰਜਾਬ ਨੂੰ ਪਿੱਤਰੀ ਸੂਬਾ ਹੋਣ ਦੇ ਨਾਤੇ ਆਪਣੀ ਰਾਜਧਾਨੀ ਚੰਡੀਗੜ੍ਹ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸੂਬਿਆਂ ਵਿੱਚ ਕਿਸੇ ਵੀ ਸੂਬੇ ਦੇ ਵਾਸੀ ਨੂੰ ਜ਼ਮੀਨ ਖ਼ਰੀਦਣ ਦੇ ਅਧਿਕਾਰ ਦੇਣ ਲਈ ਦੇਸ਼ ਭਰ ਵਿੱਚ ਇਕਸਾਰ ਨੀਤੀ ਬਣਾਉਣ ਦੀ ਲੋੜ ਹੈ।ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਰਾਹੁਲ ਭੰਡਾਰੀ ਨੇ ਮੰਗ ਰੱਖੀ ਕਿ ਮੁਹਾਲੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵਧਾਈਆਂ ਜਾਣ। ਪੰਜਾਬ ਵੱਲੋਂ ਇਸ ਪ੍ਰਾਜੈਕਟ ਉੱਤੇ ਬਹੁਤ ਨਿਵੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੈਨੇਡਾ ਸਣੇ ਬਹੁਤੇ ਦੇਸ਼ਾਂ ਵਿੱਚ ਪਰਵਾਸੀਆਂ ਪੰਜਾਬੀਆਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਕੌਮਾਂਤਰੀ ਉਡਾਣਾਂ ਵਧਾਉਣਾ ਸਮੇਂ ਦੀ ਲੋੜ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਕੇਂਦਰ ਅੱਗੇ ਇਹ ਮੰਗ ਰੱਖੀ ਗਈ ਹੈ। ਇਸੇ ਤਰ੍ਹਾਂ ਬਠਿੰਡਾ, ਪਠਾਨਕੋਟ, ਆਦਮਪੁਰ ਤੇ ਲੁਧਿਆਣਾ ਹਵਾਈ ਅੱਡਿਆਂ ਤੋਂ ਉਡਾਣ ਸਕੀਮ ਤਹਿਤ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਜਾਣ।ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਜਿੱਥੇ ਪਾਕਿਸਤਾਨ ਨਾਲ 550 ਕਿਲੋਮੀਟਰ ਕੌਮਾਂਤਰੀ ਸਰਹੱਦ ਲੱਗਦੀ ਹੈ ਜਿਸ ਕਾਰਨ ਸਰਹੱਦ ਨੂੰ ਮਜ਼ਬੂਤ ਕਰਦੇ ਹੋਏ ਡਰੋਨ ਰੋਕੂ ਪ੍ਰਣਾਲੀ ਵਿਕਸਤ ਕਰਨ ਦੀ ਲੋੜ ਹੈ।ਸਕੱਤਰ ਵਾਤਾਵਰਣ ਰਾਹੁਲ ਤਿਵਾੜੀ ਨੇ ਘੱਗਰ ਦਰਿਆ ਦੇ ਪ੍ਰਦੂਸ਼ਣ ਦਾ ਮੁੱਦਾ ਉਠਾਇਆ। ਵੱਖ-ਵੱਖ ਸੂਬਿਆਂ ਵੱਲੋਂ ਆਪੋ-ਆਪਣੇ ਸੂਬਿਆਂ ਵਿੱਚ ਕੀਤੇ ਬਿਹਤਰ ਕੰਮਾਂ ਦੀ ਪੇਸ਼ਕਾਰੀ ਦੌਰਾਨ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ ਨੇ ਪੰਜਾਬ ਵਿੱਚ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਕੀਤੇ ਕੰਮਾਂ, ਲਿੰਗ ਆਧਾਰਤ ਹੁੰਦੀ ਹਿੰਸਾ ਰੋਕਣ ਲਈ ਬਣਾਈ ਸਾਖੀ ਐਪਲੀਕੇਸ਼ਨ ਅਤੇ ਜੰਗਲਾਤ ਅਧੀਨ ਰਕਬਾ ਵਧਾਉਣ ਲਈ ਮਿੰਨੀ ਜੰਗਲ ਬਣਾਉਣ ਬਾਰੇ ਜਾਣਕਾਰੀ ਦਿੱਤੀ।
ਚੇਤਨ ਸਿੰਘ ਜੌੜਾਮਾਜਰਾ ਨੇ ਨਵੇਂ ਵਿਭਾਗਾਂ ਦਾ ਲਿਆ ਜਾਇਜ਼ਾ
ਪਲੇਠੀ ਮੀਟਿੰਗ ਦੌਰਾਨ ਆਪਣੇ ਅਧੀਨ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਜਨਵਰੀ: ਅੱਜ ਚੇਤਨ ਸਿੰਘ ਜੌੜੇਮਾਜਰਾ, ਬਾਗਬਾਨੀ, ਸੁਤੰਤਰਤਾ ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰਸੈਸਿੰਗ ਮੰਤਰੀ, ਪੰਜਾਬ ਜੀ ਦੀ ਪ੍ਰਧਾਨਗੀ ਹੇਠ ਰਾਜ ਦੇ ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਸਬੰਧੀ ਪਲੇਠੀ ਮੀਟਿੰਗ ਵਿਭਾਗ ਦੇ ਪ੍ਰਬੰਧਕੀ ਸਕੱਤਰ, ਸ਼?ਰੀ ਰਾਹੁਲ ਤਿਵਾੜੀ, ਆਈ.ਏ.ਐਸ., ਸ਼?ਰੀ ਗਗਨਦੀਪ ਬਰਾੜ, ਆਈ.ਏ.ਐਸ ਸਕੱਤਰ ਬਾਗਬਾਨੀ, ਪੰਜਾਬ ਅਤੇ ਸ਼?ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ., ਡਾਇਰੈਕਟਰ ਬਾਗਬਾਨੀ, ਪੰਜਾਬ ਨਾਲ ਕੀਤੀ ਗਈ। ਮੰਤਰੀ ਜੀ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਤਰੀ ਜੀ ਵੱਲੋਂ ਇਸ ਗੱਲ ਤੇ ਵਿਸ਼ੇਸ਼ ਜੋਰ ਦਿੱਤਾ ਗਿਆ ਕਿ ਰਾਜ ਵਿੱਚ ਬਾਗਬਾਨੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਯਤਨਸ਼ੀਲ ਹੈ ਅਤੇ ਬਾਗਬਾਨੀ ਭਲਾਈ ਸਕੀਮਾਂ ਸਬੰਧੀ ਪ੍ਰਿੰਟ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਤ ਕੀਤਾ ਜਾ ਸਕੇ। ਇਸ ਸਬੰਧੀ ਡਾਇਰੈਕਟਰ ਬਾਗਬਾਨੀ, ਪੰਜਾਬ ਵੱਲੋਂ ਮੰਤਰੀ ਜੀ ਨੂੰ ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਕੀਤੇ ਗਏ/ਕੀਤੇ ਜਾ ਰਹੇ ਨਿਵੇਕਲੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ। ਮੰਤਰੀ ਜੀ ਵੱਲੋਂ ਵਿਭਾਗ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਨਵੇਂ ਪ੍ਰੋਜੈਕਟਾਂ ਨੂੰ ਵੀ ਲਾਗੂ ਕਰਵਾਉਣ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ। ਜੌੜਾਮਾਜਰਾ ਨੇ ਡਾਇਰੈਕਟਰ ਬਾਗਬਾਨੀ, ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਬਾਗਬਾਨੀ ਨਾਲ ਸਬੰਧਤ ਨਵੀਆਂ ਕਿਸਾਨ ਭਲਾਈ ਸਕੀਮਾਂ ਤਿਆਰ ਕੀਤੀਆਂ ਜਾਣ ਤਾਂ ਜੋ ਜੋ ਕਿ ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਣ। ਇਸ ਤੋਂ ਇਲਾਵਾ ਮੰਤਰੀ ਜੀ ਨੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਲਾਕ, ਜਿਲ੍ਹਾ ਪੱਧਰ ਤੇ ਵੱਧ ਤੋਂ ਵੱਧ ਫੀਲਡ ਵਿਜ਼ਿਟ ਕੀਤੀਆਂ ਜਾਣ ਤਾਂ ਜੋ ਵਿਭਾਗ ਦਾ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਹੋ ਸਕੇ।
ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ਵਿੱਚ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਇਸ ਸਬੰਧੀ ਜਲਦ ਹੀ ਚੀਫ਼ ਜਸਟਿਸ ਨੂੰ ਮਿਲਣਗੇ
ਵਿਭਾਗੀ ਅਧਿਕਾਰੀਆਂ ਨੂੰ ਪ੍ਰਵਾਸੀ ਭਾਰਤੀਆਂ ਦੇ ਸਾਰੇ ਲੰਬਿਤ ਮਸਲਿਆਂ ਨੂੰ ਤੁਰੰਤ ਹੱਲ ਕਰਨ ਲਈ ਸਬੰਧਤ ਡੀ.ਸੀਜ਼ ਅਤੇ ਹੋਰਨਾਂ ਨੂੰ ਅਰਧ ਸਰਕਾਰੀ ਪੱਤਰ ਜਾਰੀ ਕਰਨ ਲਈ ਕਿਹਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਜਨਵਰੀ:ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆਂ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ ’ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਬੰਧੀ ਕਾਨੂੰਨੀ ਅਤੇ ਹੋਰ ਰੂਪ-ਰੇਖਾ ਉਲੀਕਣ ਬਾਰੇ ਜਲਦ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਮਿਲਣਗੇ।ਪੰਜਾਬ ਭਰ ’ਚ ਆਯੋਜਿਤ ’ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਦੌਰਾਨ ਆਈਆਂ ਸ਼ਿਕਾਇਤਾਂ ਦੀ ਸਥਿਤੀ ਸਬੰਧੀ ਅੱਜ ਇੱਥੇ ਪੰਜਾਬ ਭਵਨ ਵਿਖੇ ਐਨ.ਆਰ.ਆਈਜ਼ ਮਾਮਲੇ ਵਿਭਾਗ ਦੇ ਅਧਿਕਾਰੀਆਂ, ਏ.ਡੀ.ਜੀ.ਪੀ. ਐਨ.ਆਰ.ਆਈ., ਕਮਿਸ਼ਨਰ ਐਨ.ਆਰ.ਆਈ. ਸਭਾ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਐਨਆਰਆਈਜ਼ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਲਈ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਾਨੂੰਨੀ ਰੂਪ-ਰੇਖਾ ਤਿਆਰ ਸਬੰਧੀ ਜਲਦੀ ਹੀ ਚੀਫ਼ ਜਸਟਿਸ ਨਾਲ ਮੀਟਿੰਗ ਕਰਨਗੇ। ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਲੋੜੀਂਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਕਾਨੂੰਨੀ ਸਲਾਹਕਾਰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ‘ਮਿਲਣੀ ਪ੍ਰੋਗਰਾਮਾਂ’ ਦੌਰਾਨ ਆਈਆਂ ਲਗਭਗ 50 ਫੀਸਦੀ ਸ਼ਿਕਾਇਤਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਕੇਸਾਂ ਲਈ ਵਿਸ਼ੇਸ਼ ਤੌਰ ’ਤੇ ਨਿਯੁਕਤ ਕੀਤੇ ਗਏ ਨੋਡਲ ਅਫਸਰਾਂ ਰਾਹੀਂ ਹੱਲ ਕਰਨ ਦੇ ਆਦੇਸ਼ ਦਿੱਤੇ। ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹਰ ਕਦਮ ਚੁੱਕਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਡਿਪਟੀ ਕਮਿਸ਼ਨਰ, ਨੋਡਲ ਅਫ਼ਸਰ, ਤਹਿਸੀਲਦਾਰਾਂ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸ.ਐਚ.ਓਜ਼) ਨੂੰ ਅਰਧ ਸਰਕਾਰੀ (ਡੀ.ਓ.) ਪੱਤਰ ਜਾਰੀ ਕਰਨ ਲਈ ਵੀ ਕਿਹਾ ਤਾਂ ਜੋ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਸਾਰੇ ਮੁੱਦਿਆਂ ਨੂੰ ਸੁਲਝਾਉਣ ਲਈ ਹਰ ਲੋੜੀਂਦੀ ਮਦਦ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਬੰਧਤ ਐਨ.ਆਰ.ਆਈਜ਼ ਨੋਡਲ ਅਫ਼ਸਰਾਂ ਬਾਰੇ ਉਨ੍ਹਾਂ ਦੇ ਸੰਪਰਕ ਵੇਰਵਿਆਂ ਨਾਲ ਜ਼ਿਲ੍ਹਾ ਵਾਰ ਜਾਣਕਾਰੀ ਦੇਣ ਲਈ ਵੀ ਕਿਹਾ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਪੱਧਰਾਂ ’ਤੇ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਕਾਨੂੰਨੀ ਮਾਹਿਰਾਂ ਦਾ ਪੈਨਲ ਵੀ ਗਠਿਤ ਕੀਤਾ ਜਾਵੇਗਾ। ਉਨ੍ਹਾਂ ‘ਐਨ.ਆਰ.ਆਈਜ਼ ਮਿਲਣੀ ਪ੍ਰੋਗਰਾਮ’ ਦੌਰਾਨ ਹੱਲ ਕੀਤੇ ਗਏ ਕੇਸਾਂ ਬਾਰੇ ਅਧਿਕਾਰੀਆਂ ਤੋਂ ਰਿਪੋਰਟ ਵੀ ਤਲਬ ਕੀਤੀ।






