ਸੁਖਜਿੰਦਰ ਮਾਨ
ਬਠਿੰਡਾ, 4 ਜਨਵਰੀ : ਵਿਦੇਸ਼ ਜਾਣ ਲਈ ਆਈਲੈਟਸ ਕਰ ਰਹੇ ਇੱਕ ਨੌਜਵਾਨ ਵਲੋਂ ਸਥਾਨਕ ਅਜੀਤ ਰੋਡ ’ਤੇ ਸਥਿਤ ਇੱਕ ਪਾਰਕ ਵਿਚ ਆਤਹਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਖਵੰਤ ਸਿੰਘ (23 ਸਾਲ) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਮਹਿਮਾ ਸਰਜਾ ਜ਼ਿਲ੍ਹਾ ਬਠਿੰਡਾ ਦੇ ਤੌਰ ’ਤੇ ਹੋਈ ਹੈ। ਪਤਾ ਲੱਗਿਆ ਹੈ ਕਿ ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸਨੇ ਐਮ.ਬੀ.ਏ ਵੀ ਕੀਤੀ ਹੋਈ ਸੀ। ਹੁਣ ਉਹ ਆਈਲੇਟਸ ਕਰ ਰਿਹਾ ਸੀ। ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦਸਿਆ ਕਿ ਅੱਜ ਸਵੇਰੇ ਸਥਾਨਕ ਅਜੀਤ ਰੋਡ ਦੀ ਗਲੀ ਨੰਬਰ 9 ਦੇ ਪਾਰਕ ਵਿਚ ਇੱਕ ਨੌਜਵਾਨ ਦੇ ਬੇਹੋਸ਼ ਪਏ ਹੋਣ ਦੀ ਸੂਚਨਾ ਉਨ੍ਹਾਂ ਨੂੰ ਮਿਲੀ ਸੀ। ਜਿਸਤੋਂ ਬਾਅਦ ਸੁਸਾਇਟੀ ਮੈਂਬਰ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਉਕਤ ਨੌਜਵਾਨ ਦੇ ਮੂੰਹ ਵਿਚੋਂ ਝੱਗ ਨਿਕਲ ਰਹੀ ਸੀ ਤੇ ਉਸਦੇ ਕੋਲ ਬਚਿਆ ਹੋਇਆ ਜਹਿਰੀਲੇ ਪਦਾਰਥ ਦਾ ਬਚਿਆ ਪਿਆ ਸੀ। ਇਸ ਦੌਰਾਨ ਨੌਜਵਾਨ ਨੇ ਵੀ ਜ਼ਹਿਰਲੀ ਵਸਤੂ ਖਾਣ ਬਾਰੇ ਦਸਿਆ, ਜਿਸਤੋਂ ਬਾਅਦ ਸਮਾਜ ਸੇਵੀ ਸੰਸਥਾ ਦੇ ਮੈਂਬਰ ਉਸਨੂੰ ਸਿਵਲ ਹਸਪਤਾਲ ਲੈ ਗਏ, ਜਿੱਥੇ ਕੁਝ ਸਮੇਂ ਬਾਅਦ ਉੁਸਦੀ ਮੌਤ ਹੋ ਗਈ। ਉਧਰ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਪੋਸਟਮਾਰਟਮ ਤੋਂ ਬਾਅਦ 174 ਦੀ ਕਾਰਵਾਈ ਕਰਦਿਆਂ ਲਾਸ਼ ਪ੍ਰਵਾਰ ਨੂੰ ਸੋਂਪ ਦਿੱਤੀ ਹੈ, ਜਿੱਥੇ ਉਸਦਾ ਜੱਦੀ ਪਿੰਡ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਬਠਿੰਡਾ ’ਚ ਐਮ.ਬੀ.ਏ ਦੇ ਵਿਦਿਆਰਥੀ ਨੇ ਕੀਤੀ ਆਤਮਹੱਤਿਆ
ਹਰਸਿਮਰਤ ਨੇ ਬਠਿੰਡਾ ਵਿਚ ਬਰਨਾਲਾ ਬਾਈਪਾਸ ਫਲਾਈਓਵਰ ਮੁਕੰਮਲ ਕਰਨ ਵਾਸਤੇ ਗਡਕਰੀ ਦਾ ਦਖਲ ਮੰਗਿਆ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 3 ਜਨਵਰੀ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਵਿਚ ਬਰਨਾਲਾ ਬਾਈਪਾਸ ’ਤੇ ਫਲਾਈਓਵਰ ਦੀ ਉਸਾਰੀ ਮੁਕੰਮਲ ਕਰਨ ਵਾਸਤੇ ਕੇ਼ਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਸਹਿਯੋਗ ਮੰਗਿਆ ਹੈ। ਉਹਨਾਂ ਕਿਹਾ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾਸੀ ਜਿਸ ਕਾਰਨ ਇਹ ਪ੍ਰਾਜੈਕਟ ਲਿਆਂਦਾ ਗਿਆ ਹੈ ਜਿਸਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਮੁਸ਼ਕਿਲਾਂ ਤੋਂ ਨਿਜਾਤ ਮਿਲੇਗੀ।ਸ੍ਰੀ ਗਡਕਰੀ ਨੂੰ ਲਿਖੇ ਪੱਤਰ ਵਿਚ ਸਰਦਾਰਨੀ ਬਾਦਲ ਨੇ ਕਿਹਾਕਿ ਭਾਰਤ ਸਰਕਾਰ ਨੇ ਫਲਾਈ ਓਵਰ ਦੀ ਉਸਾਰੀ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ ਤੇ ਇਹ ਮਾਮਲਾ 7 ਸਤੰਬਰ 2021 ਨੂੰ ਮੰਤਰੀ ਵੱਲੋਂ ਵਿਚਾਰਿਆ ਵੀ ਗਿਆ ਹੈ।
ਮੁੱਖ ਮੰਤਰੀ ਵੱਲੋਂ ਸੂਬੇ ਵਿਚ ਸਾਉਣੀ ਰੁੱਤ ਦੀਆਂ ਫਸਲਾਂ ਅਤੇ ਬੀਜਾਂ ਬਾਰੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਅਫ਼ਸਰਾਂ ਨਾਲ ਵਿਚਾਰ-ਚਰਚਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਕਿਸਾਨਾਂ ਤੱਕ ਸਿੱਧੀ ਪਹੁੰਚ ਕਰਕੇ ਸਲਾਹ-ਮਸ਼ਵਰਾ ਕਰਨ ਲਈ ਆਖਿਆ
ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਵਚਨਬੱਧਤਾ ਦੁਹਰਾਈ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਅਗਾਮੀ ਸਾਉਣੀ ਰੁੱਤ ਦੀਆਂ ਫਸਲਾਂ ਅਤੇ ਬੀਜਾਂ ਬਾਰੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਅਫ਼ਸਰਾਂ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਫ਼ਸਰਾਂ ਨਾਲ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ। ਅੱਜ ਸਵੇਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮਨੋਰਥ ਲਈ ਕਿਸਾਨਾਂ ਦੀ ਆਮਦਨ ਵਧਾਉਣ ’ਤੇ ਵਧੇਰੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਫ਼ਸਲੀ ਵਿਭਿੰਨਤਾ ’ਤੇ ਵੱਧ ਜ਼ੋਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਸੂਬਾ ਸਰਕਾਰ ਕਿਸਾਨਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਕੇ ਸਲਾਹ-ਮਸ਼ਵਰਾ ਕਰੇਗੀ। ਉਨ੍ਹਾਂ ਕਿਹਾ ਕਿ ਅਗਲੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਹਾ ਕਿ ਉਹ ਕਿਸਾਨਾਂ ਤੱਕ ਸਿੱਧੀ ਪਹੁੰਚ ਕਰਕੇ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਇਸ ਸਬੰਧ ਵਿਚ ਸੁਝਾਅ ਹਾਸਲ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦੀਆਂ ਟੀਮਾਂ ਨੂੰ ਜ਼ਮੀਨੀ ਪੱਧਰ ’ਤੇ ਕਿਸਾਨਾਂ ਨਾਲ ਸਿੱਧੇ ਤੌਰ ’ਤੇ ਮਿਲਣਾ ਚਾਹੀਦਾ ਹੈ ਅਤੇ ਫਸਲੀ ਚੱਕਰ ਬਾਰੇ ਉਨ੍ਹਾਂ ਦੀ ਰਾਏ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਪੰਜਾਬ ਵਿੱਚ ਹੁਣ ਖੇਤੀ ਸਬੰਧੀ ਕੋਈ ਵੀ ਨੀਤੀ ਕਿਸਾਨਾਂ ਅਤੇ ਹੋਰ ਸਬੰਧਤ ਧਿਰਾਂ ਦੇ ਸਲਾਹ-ਮਸ਼ਵਰੇ ਨਾਲ ਤਿਆਰ ਕਰਕੇ ਲਾਗੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਐਸ.ਐਸ ਗੋਸਲ, ਵਿੱਤ ਕਮਿਸ਼ਨਰ ਵਿਕਾਸ-ਕਮ-ਸਕੱਤਰ ਖੇਤੀਬਾੜੀ ਰਾਹੁਲ ਤਿਵਾੜੀ ਅਤੇ ਡਾਇਰੈਕਟਰ ਖੇਤੀਬਾੜੀ ਡਾ: ਗੁਰਵਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ ਜੰਗ ਤੇਜ਼, ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ
ਘਿਨਾਉਣੇ ਜੁਰਮ ਵਿਚ ਸ਼ਾਮਲ ਅਧਿਕਾਰੀਆਂ ਖਿਲਾਫ਼ ਸਖ਼ਤ ਕਰਵਾਈ ਕਰਨ ਲਈ ਆਖਿਆ
ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀਆਂ ਨੂੰ ਸਰਬੰਸਮਤੀ ਨਾਲ ਮਤੇ ਪਾਉਣ ਦਾ ਸੱਦਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਜਨਵਰੀ: ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ਼ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿਚ ਸ਼ਾਮਲ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆਂ ਦੇ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਵੱਡੀਆਂ ਮੱਛੀਂ ਨੂੰ ਪਹਿਲਾਂ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਤੁਰੰਤ ਇਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਾਨੂੰਨ ਵਿਚ ਲੋੜੀਂਦੀ ਸੋਧ ਕਰਨ ਦੀ ਲੋੜ ਹੋਈ ਤਾਂ ਤੁਰੰਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਪੁਲੀਸ ਅਧਿਕਾਰੀ ਦੇ ਅਧਿਕਾਰ ਖੇਤਰ ਵਿਚ ਨਸ਼ਾ ਦੀ ਵਿਕਰੀ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਕੁਤਾਹੀ ਲਈ ਉਹ ਅਧਿਕਾਰੀ ਹੀ ਜੁਆਬਦੇਹ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਅਧਿਕਾਰੀਆਂ ਦੇ ਖਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਖਿਆ ਕਿ ਪਿੰਡ ਵਾਸੀਆਂ ਵੱਲੋਂ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਬਸੰਮਤੀ ਨਾਲ ਮਤੇ ਪਾਸ ਕਰਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਪੇਂਡੂ ਵਿਕਾਸ ਫੰਡ ਦੇ ਤਹਿਤ ਦਿੱਤੀਆਂ ਜਾਂਦੀਆਂ ਗਰਾਂਟਾਂ ਅਤੇ ਹੋਰ ਲਾਭ ਦੇਣ ਲਈ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਤੇ ਪਾਸ ਕਰਨ ਵਾਲੇ ਪਿੰਡਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ।
ਮਾਨ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ
‘ਜਨਤਾ ਦਰਬਾਰ’ ਦੌਰਾਨ ਸੁਣੀਆਂ ਲੋਕਾਂ ਦੀਆਂ 200 ਤੋਂ ਵੱਧ ਸ਼ਿਕਾਇਤਾਂ
ਸਬੰਧਤ ਅਧਿਕਾਰੀਆਂ ਨੂੰ ਮਾਮਲੇ ਛੇਤੀ ਹੱਲ ਕਰਨ ਦੇ ਦਿੱਤੇ ਨਿਰਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 03 ਜਨਵਰੀ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।ਸ. ਧਾਲੀਵਾਲ ਨੇ ਸਬੰਧਤ ਮੁੱਖ ਦਫ਼ਤਰ, ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।ਸ. ਧਾਲੀਵਾਲ ਨੇ ਦੱਸਿਆ ਕਿ ਅੱਜ 200 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ `ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ / ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।ਸ. ਧਾਲੀਵਾਲ ਅੱਗੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਮੁਖੀ ਵਿਕਾਸ ਵਿੱਚ ਉਨ੍ਹਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਪੰਚਾਇਤੀ ਹੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲ਼ਈ ਦੂਜੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਮੁਹਿੰਮ ਦੌਰਾਨ ਲਗਭੱਗ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।
ਇਸ ਸਾਲ ਲਾਗੂ ਹੋਵੇਗੀ ਨਵੀਂ ਖੇਡ ਨੀਤੀ: ਮੀਤ ਹੇਅਰ
ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਉਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਮੈਰਾਥਨ ਚਰਚਾ
ਖਿਡਾਰੀਆਂ ਨੂੰ ਨੌਕਰੀਆਂ, ਨਗਦ ਇਨਾਮ, ਨਵਾਂ ਟੇਲੈਂਟ ਲੱਭਣ, ਸਕੂਲਾਂ-ਕਾਲਜਾਂ ਨੂੰ ਖੇਡਾਂ ਦਾ ਧੁਰਾ ਬਣਾਉਣ ਅਤੇ ਕੋਚਾਂ ਲਈ ਐਵਾਰਡ ਸ਼ੁਰੂ ਕੀਤੇ ਜਾਣ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਕੀਤੇ ਤਹੱਈਏ ਉਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਇਸ ਸਾਲ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਖੇਡ ਨੀਤੀ ਦੇ ਖਰੜੇ ਉਤੇ ਵਿਚਾਰ ਵਟਾਂਦਰਾ ਕਰਨ ਲਈ ਚੱਲੀ ਮੈਰਾਥਨ ਮੀਟਿੰਗ ਉਪਰੰਤ ਕਹੀ। ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ ਤਿੰਨ ਘੰਟੇ ਚੱਲੀ ਮੀਟਿੰਗ ਵਿੱਚ ਇਸ ਗੱਲ ਉਤੇ ਜ਼ੋਰ ਦਿੱਤਾ ਗਿਆ ਕਿ ਪੰਜਾਬ ਵਿੱਚ ਖੇਡ ਮਾਹੌਲ ਸਿਰਜਣ ਲਈ ਉਸਾਰੂ ਕੰਮ ਕੀਤੇ ਜਾਣ ਅਤੇ ਖਿਡਾਰੀਆਂ ਤੇ ਕੋਚਾਂ ਨੂੰ ਉਤਸ਼ਾਹਤ ਕੀਤਾ ਜਾਵੇ। ਖਰੜੇ ਵਿੱਚ ਖਿਡਾਰੀਆਂ ਨੂੰ ਨੌਕਰੀਆਂ, ਨਗਦ ਇਨਾਮ, ਨਵਾਂ ਟੇਲੈਂਟ ਲੱਭ ਕੇ ਉਸ ਨੂੰ ਵਧੀਆ ਮੰਚ ਮੁਹੱਈਆ ਕਰਵਾਉਣ, ਸਕੂਲਾਂ-ਕਾਲਜਾਂ ਨੂੰ ਖੇਡਾਂ ਦਾ ਧੁਰਾ ਬਣਾਉਣ, ਕੋਚਾਂ ਲਈ ਐਵਾਰਡ ਸ਼ੁਰੂ ਕੀਤੇ ਜਾਣ।ਖੇਡ ਨੀਤੀ ਵਿੱਚ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ ਉਤੇ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਪ੍ਰਾਪਤੀਆਂ ਅਨੁਸਾਰ ਨੌਕਰੀਆਂ ਦੇਣ ਨੂੰ ਪ੍ਰਮੁੱਖਤਾ ਦੇਣ ਦੀ ਗੱਲ ਕਹੀ ਗਈ। ਖਿਡਾਰੀਆਂ ਨੂੰ ਦਿੱਤੇ ਜਾਂਦੇ ਨਗਦ ਪੁਰਸਕਾਰਾਂ ਦੀ ਸੂਚੀ ਵਾਲੇ ਖੇਡ ਟੂਰਨਾਮੈਂਟਾਂ ਵਿੱਚ ਵਾਧੇ ਉਤੇ ਵਿਚਾਰ ਕੀਤਾ ਗਿਆ ਜਿਵੇਂ ਕਿ ਪੈਰਾਗੇਮਜ਼, ਇਕ ਸਾਲ ਜਾਂ ਦੋ ਸਾਲ ਦਰਮਿਆਨ ਹੋਣ ਵਾਲੇ ਵਿਸ਼ਵ ਕੱਪ ਅਤੇ ਵੱਖ-ਵੱਖ ਖੇਡਾਂ ਦੇ ਵੱਕਾਰੀ ਟੂਰਨਾਮੈਂਟਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ।ਨਵੀਂ ਖੇਡ ਨੀਤੀ ਵਿੱਚ ਕੋਚਾਂ ਦੀ ਅਹਿਮੀਅਤ ਉਤੇ ਜ਼ੋਰ ਦਿੰਦਿਆਂ ਜਿੱਥੇ ਵਿਭਾਗ ਵਿੱਚ ਨਵੇਂ ਕੋਚ ਭਰਤੀ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ ਉਥੇ ਖਿਡਾਰੀਆਂ ਨੂੰ ਦਿੱਤੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਤਰਜ਼ ਉਤੇ ਕੋਚਾਂ ਲਈ ਵੀ ਸਟੇਟ ਐਵਾਰਡ ਸ਼ੁਰੂ ਕਰਨ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ। ਮਹਾਰਾਜਾ ਰਣਜੀਤ ਸਿੰਘ ਐਵਾਰਡ ਨੂੰ ਹਰ ਸਾਲ ਦੇਣ ਦਾ ਪ੍ਰਬੰਧ ਕੀਤਾ ਜਾਵੇ। ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਡੇਟਾਬੇਸ ਆਧਾਰਿਤ ਐਪ ਅਤੇ ਵੈਬਸਾਈਟ ਤਿਆਰ ਕਰਨ ਉਤੇ ਗੱਲਬਾਤ ਹੋਈ। ਆਪੋ-ਆਪਣੇ ਇਲਾਕਿਆਂ ਵਿੱਚ ਖੇਡਾਂ ਲਈ ਕੁਝ ਕਰਨ ਦੀ ਇੱਛਾ ਰੱਖਦੇ ਪਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਪੋਰਟਲ ਬਣਾਇਆ ਜਾਵੇ। ਇਸ ਤੋਂ ਇਲਾਵਾ ਨਾਮੀਂ ਖਿਡਾਰੀਆਂ ਦੇ ਪਿੰਡਾਂ/ਸ਼ਹਿਰਾਂ ਦੀ ਐਂਟਰੀ ਉਤੇ ਖਿਡਾਰੀ ਨਾਲ ਸਬੰਧਤ ਬੋਰਡ ਲਗਾਏ ਜਾਣ। ਸਟੇਡੀਅਮਾਂ ਦੇ ਨਾਮ ਖਿਡਾਰੀਆਂ ਉਤੇ ਰੱਖਣ ਉਤੇ ਵੀ ਵਿਚਾਰ ਕੀਤਾ ਗਿਆ। ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਸੂਬੇ ਵਿੱਚ ਇਕ ਮਿਊਜ਼ੀਅਮ ਬਣਾਉਣ ਉਤੇ ਵੀ ਵਿਚਾਰ ਕੀਤਾ ਗਿਆ। ਖੇਡ ਵਿਭਾਗ ਦਾ ਅਗਲੇ ਸੈਸ਼ਨ 2023-24 ਲਈ ਕੈਲੰਡਰ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਜੋ ਸਕੂਲ ਗੇਮਜ਼ ਅਤੇ ਯੂਨੀਵਰਸਿਟੀ ਗੇਮਜ਼ ਦੀਆਂ ਤਰੀਕਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਜਾਵੇ ਤਾਂ ਜੋ ਕਿਸੇ ਹੋਰ ਖੇਡ ਮੁਕਾਬਲੇ ਨਾਲ ਤਰੀਕਾਂ ਦਾ ਮੇਲ ਨਾ ਹੋਵੇ। ਇਸੇ ਤਰ੍ਹਾਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੀਆਂ ਅੰਤਰ-ਵਰਸਿਟੀ ਖੇਡਾਂ ਕਰਵਾਉਣ ਦੀ ਤਜਵੀਜ਼ ਰੱਖੀ ਗਈ। ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਵਿੱਚੋਂ ਖਿਡਾਰੀਆਂ ਦਾ ਇਲੀਟ ਪੂਲ ਬਣਾ ਕੇ ਉਨ੍ਹਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਉਤੇ ਜ਼ੋਰ ਦਿੱਤਾ ਗਿਆ। ਇਸੇ ਤਰ੍ਹਾਂ ਚੋਣਵੀਆਂ ਖੇਡਾਂ ਦੀਆਂ ਅਕੈਡਮੀਆਂ ਸਥਾਪਤ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ। ਕਾਲਜਾਂ ਅੰਦਰ ਖੇਡ ਵਿੰਗ ਵਧਾਉਣ ਅਤੇ ਸਕੂਲਾਂ ਵਿੱਚ ਖੇਡ ਗਤੀਵਿਧੀਆਂ ਲਈ ਸਮਾਂ ਨਿਰਧਾਰਤ ਕਰਨ ਉਤੇ ਵੀ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ ਤੋਂ ਇਲਾਵਾ ਨਵੀਂ ਖੇਡ ਨੀਤੀ ਬਣਾਉਣ ਲਈ ਬਣਾਈ ਮਾਹਿਰਾਂ ਦੀ ਕਮੇਟੀ ਦੇ ਮੈਂਬਰਾਂ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ, ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ.ਚੀਮਾ ਤੇ ਰਜਿਸਟਰਾਰ ਕਰਨਲ ਐਨ.ਐਸ.ਸੰਧੂ ਅਤੇ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਨੇ ਆਪੋ-ਆਪਣੇ ਸੁਝਾਅ ਦਿੱਤੇ ਜਿਨ੍ਹਾਂ ਉਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਦੇ ਖਰੜੇ ਉਤੇ ਹੋਰ ਵਿਚਾਰ ਕਰਨ ਲਈ ਅਗਲੇ ਹਫਤੇ ਕਮੇਟੀ ਦੀ ਮੀਟਿੰਗ ਦਾ ਫੈਸਲਾ ਕੀਤਾ। ਮੀਟਿੰਗ ਵਿੱਚ ਸਪੋਰਟਸ ਅਥਾਰਟੀ ਆਫ਼ ਇੰਡੀਆ ਤਰਫੋਂ ਲਲਿਤ ਲੋਹਾਨੀ ਤੇ ਗੁਰਿੰਦਰ ਕੌਰ, ਡਿਪਟੀ ਡਾਇਰੈਕਟਰ (ਕਾਲਜਾਂ) ਅਸ਼ਵਨੀ ਭੱਲਾ, ਸਹਾਇਕ ਡਾਇਰੈਕਟਰ (ਸਕੂਲਾਂ) ਸੁਨੀਲ ਕੁਮਾਰ, ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਵੀ ਹਾਜ਼ਰ ਸਨ।
ਸਮੱਗਲ ਕੀਤੀ ਜਾ ਰਹੀ 300 ਪੇਟੀਆਂ ਆਈ.ਐਮ.ਐਫ.ਐਲ ਸ਼ਰਾਬ ਜਬਤ
ਤਸਕਰੀ ਰਾਹੀਂ ਚੰਡੀਗੜ੍ਹ ਤੋਂ ਪੰਜਾਬ ਲਿਆਂਦੀ ਜਾ ਰਹੀ ਇਸ ਸ਼ਰਾਬ ਦੀ ਕੀਮਤ 7 ਲੱਖ ਰੁਪਏ ਤੋਂ ਵੱਧ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 03 ਦਸੰਬਰ: ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਇਕ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਫਤਿਹਗੜ੍ਹ ਸਾਹਿਬ ਅਤੇ ਆਬਕਾਰੀ ਪੁਲਿਸ ਨੇ 7 ਲੱਖ ਰੁਪਏ ਦੀ ਅੰਦਾਜ਼ਨ ਕੀਮਤ ਵਾਲੀਆਂ ਭਾਰਤ ਵਿੱਚ ਬਣੀ ਵਿਦੇਸ਼ੀ ਸ਼ਰਾਬ (ਆਈ.ਐਮ.ਐਫ.ਐਲ) ਦੀਆਂ 300 ਪੇਟੀਆਂ ਜ਼ਬਤ ਕੀਤੀਆਂ, ਜੋ ਤਸਕਰੀ ਰਾਹੀਂ ਚੰਡੀਗੜ੍ਹ ਤੋਂ ਪੰਜਾਬ ਲਿਆਂਦੀਆਂ ਗਈਆਂ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਪੁਲਿਸ ਵੱਲੋਂ ਇੱਕ ਸੂਚਨਾ ’ਤੇ ਕਾਰਵਾਈ ਕਰਦਿਆਂ ਸੋਮਵਾਰ ਦੇਰ ਸ਼ਾਮ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਮਾਧੋਪੁਰ ਨੇੜੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਇੱਕ ਕੈਂਟਰ ਨੰਬਰ ਪੀ.ਬੀ.03 ਬੀ.ਐਚ.1683 ਨੂੰ ਰੋਕਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਗੱਡੀ ਵਿੱਚੋਂ ਆਈ.ਐੱਮ.ਐੱਫ.ਐੱਲ. ਦੀਆਂ 300 ਪੇਟੀਆਂ ਜਿਨ੍ਹਾਂ ‘ਤੇ ‘ਸਿਰਫ ਚੰਡੀਗੜ੍ਹ ’ਚ ਵਿਕਰੀ ਲਈ’ ਲਿਖਿਆ ਹੋਇਆ ਸੀ, ਬਰਾਮਦ ਕੀਤੀਆਂ ਗਈਆਂ। ਇੰਨ੍ਹਾਂ ਪੇਟੀਆਂ ਵਿੱਚੋਂ ਤਿੰਨ ਵੱਖ-ਵੱਖ ਬ੍ਰਾਂਡਾਂ ਦੀ ਸ਼ਰਾਬ, ’999’ ਬ੍ਰਾਂਡ ਦੀ ਬੋਤਲ ਐਮਪਾਇਰ ਅਲਕੋਬਰੇਵ, ਪਲਾਟ ਨੰ. 58 ਇੰਡਸਟਰੀਅਲ ਏਰੀਆ ਚੰਡੀਗੜ੍ਹ ਅਤੇ ’ਨੈਨਾ’ ਬ੍ਰਾਂਡ ਦੀਆਂ ਬੋਤਲਾਂ ਰੌਕ ਐਂਡ ਸਟੌਰਮ ਬੋਟਲਿੰਗ ਪਲਾਂਟ, ਪਲਾਟ ਨੰ. 214, ਇੰਡਸਟਰੀਅਲ ਏਰੀਆ ਚੰਡੀਗੜ੍ਹ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਇੱਕ ਵਿਅਕਤੀ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਵਿਭਾਗ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿਰੁੱਧ ਬਰਦਾਸ਼ਤ ਨਾ ਕਰਨ ਦੀ ਨੀਤੀ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਬੈਂਸ ਵਲੋਂ ਡਿਪਟੀ ਕਮਿਸ਼ਨਰਾਂ ਛੁੱਟੀਆਂ ਸਬੰਧੀ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਸਕੂਲ ਖਿਲਾਫ਼ ਕਾਰਵਾਈ ਦੇ ਹੁਕਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਆਦੇਸ਼ ਦਿੱਤੇ ਹਨ ਕਿ ਜਿਹੜੇ ਸਕੂਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰਨ ਸਬੰਧੀ ਆਦੇਸ਼ ਦੀ ਉਲੰਘਣਾ ਕਰ ਰਹੇ ਹਨ ਉਨ੍ਹਾਂ ਖਿਲਾਫ਼ ਤੁਰੰਤ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸ. ਬੈਂਸ ਨੇ ਦੱਸਿਆ ਕਿ ਕੜਾਕੇ ਦੀ ਠੰਢ ਅਤੇ ਧੁੰਦ ਕਾਰਨ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮਿਤੀ 08 ਜਨਵਰੀ 2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕੁਝ ਪ੍ਰਾਈਵੇਟ ਸਕੂਲ ਖਿਲਾਫ਼ ਸ਼ਿਕਾਇਤਾਂ ਮਿਲੀਆਂ ਹਨ ਕਿ ਉਹ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਸਕੂਲ ਖੋਲ੍ਹ ਰਹੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਜ਼ਿਲਾ ਰੋਪੜ ਦੇ ਇੱਕ ਪ੍ਰਾਈਵੇਟ ਸਕੂਲ ਦੇ ਖੁੱਲ੍ਹਣ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸਤੇ ਕਾਰਵਾਈ ਕਰਦਿਆਂ ਸਬੰਧਤ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਨੇ ਰਾਜ ਸਰਕਾਰ ਦੇ ਹੁਕਮਾਂ ਨੂੰ ਇੰਨਬਿੰਨ ਲਾਗੂ ਕਰਵਾਉਣ ਲਈ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਹਨ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ. ਬੈਂਸ ਨੇ ਕਿਹਾ ਸੂਬਾ ਸਰਕਾਰ ਦੇ ਹੁਕਮ ਹਰ ਕਿਸਮ ਦੇ ਸਾਰੇ ਸਕੂਲਾਂ ਤੇ ਲਾਗੂ ਹੋਣਗੇ ਅਤੇ ਉਹ ਕਿਸੇ ਵੀ ਪ੍ਰਾਈਵੇਟ ਅਦਾਰੇ ਨੂੰ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦੇਣਗੇ।
ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਸੈਕੜੇ ਪਿਡਾਂ ’ਚ ਅਰਥੀ ਫ਼ੂਕ ਮੁਜ਼ਾਹਰੇ ਕੀਤੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਜਨਵਰੀ : ਸਾਂਝਾ ਮੋਰਚਾ ਜ਼ੀਰਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ 18 ਜ਼ਿਲ੍ਹਿਆਂ ਦੇ 800 ਤੋਂ ਵੱਧ ਪਿੰਡਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਰੋਸ ਵਜੋਂ ਕਾਲੀਆਂ ਝੰਡੀਆਂ ਤੇ ਪੱਟੀਆਂ ਬੰਨ੍ਹ ਕੇ ਮੁਜ਼ਾਹਰਾਕਾਰੀ,’ਸ਼ਰਾਬ ਫੈਕਟਰੀ ਬੰਦ ਕਰੋ’, ’ਲੋਕਾਂ ਸਿਰ ਮੜ੍ਹੇ ਝੂਠੇ ਕੇਸ ਵਾਪਸ ਲਓ’ ਅਤੇ ’ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਹਰੇ ਲਾ ਰਹੇ ਸਨ। ਬੁਲਾਰਿਆਂ ਵੱਲੋਂ ਪ੍ਰਦੂਸ਼ਣ ਦਾ ਗੜ੍ਹ ਬਣੀ ਜਾਨਲੇਵਾ ਸ਼ਰਾਬ ਫੈਕਟਰੀ ਬੰਦ ਕਰਨ ਦੀ ਹੱਕੀ ਮੰਗ ਮੰਨਣ ਦੀ ਬਜਾਏ ਮੋਰਚਾ ਆਗੂਆਂ ਵਿਰੁੱਧ ਝੂਠੇ ਕੇਸ ਮੜ੍ਹ ਕੇ ਜਾਂਚ ਕਮੇਟੀਆਂ ਵਿੱਚ ਨਜਾਇਜ਼ ਦਖਲਅੰਦਾਜ਼ੀ ਰਾਹੀਂ ਫੈਕਟਰੀ ਦੇ ਪੱਖ ’ਚ ਭੁਗਤ ਰਹੀ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਮਾਲਬ੍ਰੋਜ਼ ਸ਼ਰਾਬ ਫੈਕਟਰੀ ਪੱਕੇ ਤੌਰ ’ਤੇ ਬੰਦ ਕੀਤੀ ਜਾਵੇ; ਮੋਰਚਾ ਆਗੂਆਂ ਵਿਰੁੱਧ ਦਰਜ ਕੀਤੇ ਸਾਰੇ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਪ੍ਰਦੂਸ਼ਣ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਭਲਕੇ 4 ਜਨਵਰੀ ਨੂੰ ਜਥੇਬੰਦੀ ਵੱਲੋਂ ਇਸ ਤੋਂ ਵੀ ਵੱਧ ਪਿੰਡਾਂ ਵਿੱਚ ਅਜਿਹੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ 6 ਜਨਵਰੀ ਨੂੰ ਫੈਕਟਰੀ ਪ੍ਰਦੂਸ਼ਣ ਕਾਰਨ ਗੁਰਦੇ ਫੇਲ੍ਹ ਕੇ ਮੌਤ ਦੇ ਮੂੰਹ ਜਾ ਪਏ ਨੌਜਵਾਨ ਰਾਜਬੀਰ ਸਿੰਘ ਦੇ ਭੋਗ/ਸ਼ਰਧਾਂਜਲੀ ਸਮਾਗਮ ਵਿੱਚ ਵੀ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਟੌਲ ਟੈਕਸ ਵਿਰੁੱਧ ਪੱਕੇ ਮੋਰਚਿਆਂ ਵਿੱਚ ਡਟੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹਮਾਇਤ ਵਿੱਚ ਜਥੇਬੰਦੀ ਵੱਲੋਂ 5 ਜਨਵਰੀ ਨੂੰ 18 ਜ਼ਿਲ੍ਹਿਆਂ ਵਿੱਚ ਕਈ ਜਗ?ਹਾ ਪੱਕੇ ਮੋਰਚੇ ਵਿੱਚ ਹਮਾਇਤੀ ਸ਼ਮੂਲੀਅਤ ਸਣੇ ਹੋਰ ਵੀ ਕਈ ਟੌਲ ਪਲਾਜ਼ੇ 12 ਤੋਂ 3 ਵਜੇ ਤੱਕ ਜਾਮ ਕੀਤੇ ਜਾਣਗੇ। ਇਸ ਤੋਂ ਇਲਾਵਾ ਜਲੰਧਰ ਸ਼ਹਿਰ ਦੀ ਲਤੀਫਪੁਰਾ ਬਸਤੀ ਦੇ 50 ਤੋਂ ਵੱਧ ਪ੍ਰਵਾਰਾਂ ਦੇ ਬੇਕਿਰਕ ਮੁੜ-ਉਜਾੜੇ ਵਿਰੁੱਧ ਘੋਲ ਅਤੇ ਕਈ ਥਾਂਈਂ ਸਥਾਨਕ ਮੁੱਦਿਆਂ ’ਤੇ ਚੱਲ ਰਹੇ ਘੋਲਾਂ ਵਿੱਚ ਵੀ ਜਥੇਬੰਦੀ ਵੱਲੋਂ ਲਗਾਤਾਰ ਲਾਮਬੰਦੀਆਂ ਜੁਟਾਈਆਂ ਜਾ ਰਹੀਆਂ ਹਨ। ਵੱਖ ਵੱਖ ਥਾਈਂ ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਕਮਲਦੀਪ ਕੌਰ ਬਰਨਾਲਾ, ਜਸਵੀਰ ਕੌਰ ਉਗਰਾਹਾਂ, ਕੁਲਦੀਪ ਕੌਰ ਕੁੱਸਾ, ਗੁਰਪ੍ਰੀਤ ਕੌਰ ਬਰਾਸ ਅਤੇ ਜ਼ਿਲ੍ਹਾ/ਬਲਾਕ/ਪਿੰਡ ਪੱਧਰ ਦੇ ਆਗੂ ਸ਼ਾਮਲ ਸਨ।
18 ਵੀ ਨੈਸ਼ਨਲ ਜੰਬੂਰੀ ਰਾਜਸਥਾਨ ਲਈ 112 ਮੈਂਬਰੀ ਦਲ ਰਵਾਨਾ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 3 ਜਨਵਰੀ: ਭਾਰਤ ਸਕਾਊਟ ਅਤੇ ਗਾਈਡਜ ਦਿੱਲੀ ਵਲੋਂ ਰਾਜਸਥਾਨ ਵਿਖੇ 4 ਜਨਵਰੀ ਤੋਂ 10 ਜਨਵਰੀ ਤੱਕ 18 ਵੀ ਨੈਸ਼ਨਲ ਜੰਬੂਰੀ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ ਬਠਿੰਡਾ ਜ਼ਿਲ੍ਹੇ ਦੇ 112 ਮੈਂਬਰੀ ਦਲ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਮੇਵਾ ਸਿੰਘ ਸਿੱਧੂ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰ ਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਮ੍ਰਿਤਪਾਲ ਸਿੰਘ ਜ਼ਿਲ੍ਹਾ ਆਰਗੇਨਾਈਜਰ ਸਕਾਊਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨੈਸ਼ਨਲ ਜੰਬੂਰੀ ਰਾਜਸਥਾਨ ਦੇ ਜ਼ਿਲ੍ਹਾ ਪਾਲੀ ਵਿਖੇ ਹੋ ਰਹੀ ਹੈ।ਇਸ ਵਿੱਚ 35000 ਦੇ ਲਗਭਗ ਸਕਾਉਟਸ ਅਤੇ ਗਾਈਡਜ਼ ਭਾਰਤ ਅਤੇ ਵਿਦੇਸ਼ਾਂ ਵਿੱਚੋ ਭਾਗ ਲੈਣ ਲਈ ਆਉਣਗੇ। ਜ਼ਿਲ੍ਹਾ ਬਠਿੰਡਾ ਦੇ ਝੁੰਬਾ,ਰਾਏਕੇ ਕਲਾਂ, ਭਾਗੀਵਾਂਦਰ,ਡਿੱਖ, ਲਹਿਰਾਂ ਮਹੁੱਬਤ, ਬਾਲਿਆਂਵਾਲੀ, ਅਤੇ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ 112 ਵਿਦਿਆਰਥੀਆਂ ਇਸ ਵਿੱਚ ਭਾਗ ਲੈ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਿੰਦਰ ਸਿੰਘ, ਰਜਨੀਸ਼ ਬਾਂਸਲ,ਚੰਦਰ ਸ਼ੇਖਰ, ਮਹਿੰਦਰ ਸਿੰਘ, ਸੁਰਿੰਦਰ ਸਿੰਘ, ਚਰਨਜੀਤ ਸ਼ਰਮਾ, ਰੁਪਿੰਦਰ ਕੌਰ, ਪਿੰਦਰਜੀਤ ਕੌਰ,ਸੁਰੈਈਆ, ਸਰਬਜੀਤ ਕੌਰ, ਸੁਖਵੀਰ ਕੌਰ, ਹਰਦਰਸ਼ਨ ਸਿੰਘ,ਜਗਸੇਰ ਸਿੰਘ ਸੁਤੰਤਰ ਸਿੰਘ, ਮਲਕੀਤ ਸਿੰਘ ਅਤੇ ਲਖਵਿੰਦਰ ਕੌਰ ਹਾਜ਼ਰ ਸਨ।






