4161 ਮਾਸਟਰ ਕੇਡਰ ਅਧਿਆਪਕਾਂ ਨੇ ਲੋਕਲ ਸਟੇਸ਼ਨ ਦਿੱਤੇ ਜਾਣ ਦੀ ਕੀਤੀ ਮੰਗ
ਮੁੱਖ ਮੰਤਰੀ ਨੇ ਚੇਨਈ ਵਿਖੇ ਪ੍ਰਮੁੱਖ ਕਾਰੋਬਾਰੀਆਂ ਨਾਲ ਚਲਾਇਆ ਮੀਟਿੰਗਾਂ ਦੀ ਦੌਰ
ਪੰਜਾਬ ਨੂੰ ਦੇਸ਼ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਕੀਤਾ ਪੇਸ਼
ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ
ਪੰਜਾਬੀ ਖ਼ਬਰਸਾਰ ਬਿਉਰੋ
ਚੇਨਈ, 19 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਇੱਥੇ ਚੋਟੀ ਦੇ ਕਾਰੋਬਾਰੀਆਂ ਨਾਲ ਮੀਟਿੰਗਾਂ ਦਾ ਦੌਰ ਚਲਾਇਆ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ, ਜੋ ਦੇਸ਼ ਭਰ ਵਿੱਚ ਮੋਹਰੀ ਉਦਯੋਗਿਕ ਹੱਬ ਵਜੋਂ ਵਿਕਸਤ ਹੋਇਆ ਹੈ।ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਇਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਨੂੰ ਨਿਵੇਸ਼ ਦੇ ਤਰਜੀਹੀ ਸਥਾਨ ਅਤੇ ਆਰਥਿਕ ਵਿਕਾਸ ਦੇ ਗੜ੍ਹ ਵਜੋਂ ਦਰਸਾਉਣ ਲਈ ਚੇਨਈ ਵਿੱਚ ਮੀਟਿੰਗਾਂ ਦੀ ਇਕ ਲੜੀ ਸ਼ੁਰੂ ਕੀਤੀ। ਐਮਡੀ ਮੁਰੂਗੱਪਾ ਗਰੁੱਪ, ਚੇਅਰਮੈਨ ਟਿਊਬ ਇੰਡੀਆ ਇਨਵੈਸਟਮੈਂਟਸ ਅਰੁਣ ਮੁਰੂਗੱਪਾ, ਸੀਐਫਓ ਅਤੇ ਬੋਰਡ ਮੈਂਬਰ ਅਸ਼ੋਕ ਲੇਲੈਂਡ ਗੋਪਾਲ ਮਹਾਦੇਵਨ, ਟੈਫੇ ਗਰੁੱਪ ਦੇ ਸੀਈਓ ਸੰਦੀਪ ਸਿਨਹਾ, ਐਮਡੀ, ਲੁਕਾਸ-ਟੀਵੀਐਸ ਸ੍ਰੀ ਅਰਵਿੰਦ ਬਾਲਾਜੀ ਸਮੇਤ ਉੱਘੇ ਉਦਯੋਗਪਤੀਆਂ ਨਾਲ ਇਕੱਲੇ-ਇਕੱਲੇ ਗੱਲਬਾਤ ਦੌਰਾਨ ਵੱਖ-ਵੱਖ ਖੇਤਰਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਵਿਚਾਰ-ਵਟਾਂਦਰੇ ਦੌਰਾਨ ਆਟੋ ਕੰਪੋਨੈਂਟਸ, ਵਾਹਨ ਨਿਰਮਾਣ, ਸਿਹਤ ਸੰਭਾਲ, ਹੁਨਰ ਵਿਕਾਸ, ਖੇਤੀਬਾੜੀ ਉਪਕਰਨ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਊਰਜਾ ਦੇ ਨਵਿਆਉਣਯੋਗ ਸਰੋਤ, ਖੋਜ ਤੇ ਵਿਕਾਸ ਅਤੇ ਹੋਰ ਖੇਤਰਾਂ ਵਿੱਚ ਸੰਭਾਵੀ ਸਹਿਯੋਗ ਬਾਰੇ ਗੱਲਬਾਤ ਹੋਈ।
ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਦੀ ਸਮਰੱਥਾ ਅਤੇ ਪੰਜਾਬ ਦੇ ਵਿਦੇਸ਼ਾਂ ਦੇ ਨਾਲ-ਨਾਲ ਭਾਰਤੀ ਕੰਪਨੀਆਂ ਲਈ ਨਿਰਮਾਣ ਦਾ ਕੇਂਦਰ ਬਣਨ ਦੇ ਫਾਇਦਿਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੀ ਨਹੀਂ ਸਗੋਂ ਪੂਰੇ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਨੇ ਪੰਜਾਬ ਦੀ ਉਦਯੋਗਿਕ ਸ਼ਕਤੀ ਨੂੰ ਮਾਨਤਾ ਦਿੱਤੀ ਹੈ ਅਤੇ ਉਹ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਬਣ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਪਿਛਲੇ ਨੌਂ ਮਹੀਨਿਆਂ ਦੌਰਾਨ ਪੰਜਾਬ ਨੂੰ ਲਗਪਗ 27,000 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਪ੍ਰਾਪਤ ਹੋਏ ਹਨ, ਜਿਸ ਨਾਲ ਰੋਜ਼ਗਾਰ ਦੇ 1.25 ਲੱਖ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਪੰਜਾਬ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਵਾਲੇ ਨਵੇਂ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਦੇਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਪ੍ਰਣਾਲੀ ਅਤੇ ਸਮਾਂਬੱਧ ਰਿਆਇਤਾਂ ਲਈ ਪ੍ਰਕਿਰਿਆਵਾਂ ਦਾ ਸਰਲੀਕਰਨ ਉੱਦਮੀਆਂ ਅਤੇ ਕਾਰਪੋਰੇਟਾਂ ਨੂੰ ਆਕਰਸ਼ਿਤ ਕਰਨ ਲਈ ਸਭ ਤੋਂ ਮਹੱਤਵਪੂਰਨ ਹੈ। ਸੂਬੇ ਦੀ ਉਦਯੋਗਿਕ ਸਮਰੱਥਾ ਨੂੰ ਉਜਾਗਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਾਰੋਬਾਰ ਦੀ ਸਹੂਲਤ ਅਤੇ ਨਿਵੇਸ਼ਕ ਪੱਖੀ ਮਾਹੌਲ ਸਿਰਜ ਕੇ ਪੰਜਾਬ ਨੂੰ ਪ੍ਰਮੁੱਖ ਉਦਯੋਗਿਕ ਅਤੇ ਬਰਾਮਦ ਹੱਬ ਵਿੱਚ ਤਬਦੀਲ ਕਰਨ ਦੀ ਉਮੀਦ ਕਰ ਰਹੀ ਹੈ।ਮੁੱਖ ਮੰਤਰੀ ਨੇ ਸਾਰੇ ਉੱਘੇ ਉਦਯੋਗਪਤੀਆਂ ਨੂੰ 23-24 ਫਰਵਰੀ, 2023 ਨੂੰ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਿੱਘਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਸੂਬੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਨਿਵੇਸ਼ਕਾਂ ਨੂੰ ਆਖਿਆ ਕਿ ਉਹ ਨਿਵੇਸ਼ ਲਈ ਸੰਭਾਵੀ ਸਥਾਨ ਵਜੋਂ ਪੰਜਾਬ ਨੂੰ ਵਿਚਾਰਨ।ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਪ੍ਰਮੁੱਖ ਸਕੱਤਰ ਉਦਯੋਗ ਦਲੀਪ ਕੁਮਾਰ, ਇਨਵੈਸਟ ਪੰਜਾਬ ਦੇ ਸੀ.ਈ.ਓ. ਕਮਲ ਕਿਸ਼ੋਰ ਯਾਦਵ, ਮੁੱਖ ਮੰਤਰੀ ਦੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਿਦੇਸ਼ ਤੋਂ ਪਰਤੇ, ਕਾਂਗਰਸ ’ਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ
ਦਿੱਲੀ ਵਿੱਚ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਸੋਸ਼ਲ ਮੀਡੀਆ ਤੇ ਵੀ ਸੱਤ ਮਹੀਨਿਆਂ ਬਾਅਦ ਹੋਏ ਸਰਗਰਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਦਸੰਬਰ: ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਗੱਦੀਓ ਉਤਾਰ ਕੇ ਪੰਜਾਬ ਦੇ ਮੁੱਖ ਮੰਤਰੀ ਬਣਾਏ ਚਰਨਜੀਤ ਸਿੰਘ ਚੰਨੀ ਲੰਮੀ ਉਡੀਕ ਤੋਂ ਬਾਅਦ ਬੀਤੀ ਸ਼ਾਮ ਦੇਸ਼ ਪਰਤ ਆਏ ਹਨ। ਉਨ੍ਹਾਂ ਵਲੋਂ ਆਉਂਦਿਆਂ ਸਾਰ ਹੀ ਕਾਂਗਰਸ ਦੀ ਕੌਮੀ ਆਗੂ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕਰਕੇ ਸਿਆਸਤ ਵਿਚ ਆਉਣ ਵਾਲੇ ਦਿਨਾਂ ‘ਚ ਸਰਗਰਮ ਹੋਣ ਦਾ ਸੁਨੇਹਾ ਦਿੱਤਾ ਗਿਆ ਹੈ। ਉਹ ਰਾਹੁਲ ਗਾਂਧੀ ਦੀ ਅਗਵਾਈ ਹੇਠ ਚੱਲ ਰਹੀ ਭਾਰਤ ਜੋੜੋ ਯਾਤਰਾ ਜੋਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਵਿਚ ਦਾਖ਼ਲ ਹੋ ਰਹੀ ਹੈ, ਵਿਚ ਵੀ ਸਮੂਲੀਅਤ ਕਰਨਗੇ। ਹਾਲਾਂਕਿ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਉਨ੍ਹਾਂ ਦੇ ਨਿੱਜੀ ਵਿਦੇਸ਼ ਦੌਰੇ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਪ੍ਰੰਤੂ ਪਤਾ ਚਲਿਆ ਹੈ ਕਿ ਉਹ ਇਸ ਸਮੇਂ ਦੌਰਾਨ ਅਮਰੀਕਾ ਰਹਿੰਦੇ ਰਹੇ ਹਨ, ਜਿੱਥੇ ਉਹ ਪੰਜਾਬ ਦੀ ਸਿਆਸਤ ਦੇ ਨਾਲ-ਨਾਲ ਸੋਸਲ ਮੀਡੀਆ ’ਤੇ ਵੀ ਗੈਰ-ਗਤੀਸ਼ੀਲ ਸਨ। ਅੱਜ ਉਹ ਮੁੜ ਸ਼ੋਸਲ ਮੀਡੀਆ ’ਤੇ ਲਗਭਗ ਸੱਤ ਮਹੀਨਿਆਂ ਬਾਅਦ ਐਕਟਿਵ ਹੋਏ ਹਨ। 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦੇ ਹੋਏ ਕਤਲ ’ਤੇ ਦੁੱਖ ਜ਼ਾਹਰ ਕਰਦੀ ਫ਼ੇਸਬੁੱਕ ’ਤੇ ਪਾਈ ਪੋਸਟ ਤੋਂ ਉਨ੍ਹਾਂ ਅੱਜ ਮੁੜ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਵਾਲੀ ਫ਼ੋਟੋ ਪਾਈ ਹੈ। ਉਂਜ ਉਨ੍ਹਾਂ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਉਹ ਅਪਣੀਆਂ ਅੱਖਾਂ ਦਾ ਇਲਾਜ਼ ਕਰਵਾਉਣ ਗਏ ਹੋਏ ਹਨ। ਪ੍ਰੰਤੂ ਸਾਬਕਾ ਮੁੱਖ ਮੰਤਰੀ ਦੇ ਅਚਾਨਕ ਪੰਜਾਬ ਦੇ ਸਿਆਸੀ ਦ੍ਰਿਸ਼ ਤੋਂ ਇਸ ਤਰ੍ਹਾਂ ਗਾਇਬ ਹੋਣ ਦੇ ਚੱਲਦੇ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਚੱਲਦੀਆਂ ਰਹੀਆਂ। ਇਸ ਦੌਰਾਨ ਵਿਜੀਲੈਂਸ ਬਿਉਰੋ ਵੀ ਕਾਂਗਰਸ ਦੇ ਕਈ ਸਾਬਕਾ ਮੰਤਰੀਆਂ ਵਿਰੁਧ ਕਾਰਵਾਈ ਕਰ ਚੁੱਕੀ ਹੈ ਅਤੇ ਸ: ਚੰਨੀ ਦਾ ਭਾਣਜਾ ਵੀ ਨਿਸ਼ਾਨੇ ’ਤੇ ਰਿਹਾ ਹੈ। ਜਿਸਦੇ ਚੱਲਦੇ ਵਾਪਸੀ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਨੂੰ ਸਰਕਾਰ ਦੀ ਕਿਸੇ ਵੀ ਕਾਰਵਾਈ ਲਈ ਤਿਆਰ ਰਹਿਣਾ ਪੈ ਸਕਦਾ ਹੈ। ਉਨ੍ਹਾਂ ਦੀ ਸਰਕਾਰ ਸਮੇਂ ਕੀਤੇ ਕਈ ਫੈਸਲਿਆਂ ਨੂੰ ਲੈ ਕੇ ਕਈ ਵਾਰ ਸੱਤਾਧਿਰ ਖ਼ਾਸਕਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਆਸੀ ਕਟਾਸ਼ ਕਸੇ ਜਾਂਦੇ ਰਹੇ ਹਨ। ਉਨ੍ਹਾਂ ਸਿੱਧਾ ਸ: ਚੰਨੀ ਦਾ ਨਾਂ ਲੈਂਦਿਆਂ ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਏ ਕਈ ਫੈਸਲਿਆਂ ’ਤੇ ਉਂਗਲ ਖ਼ੜੀ ਕੀਤੀ ਸੀ। ਉਂਜ ਵਿਦੇਸ਼ ‘ਚੋਂ ਬੈਠਿਆਂ ਸਾਬਕਾ ਮੁੱਖ ਮੰਤਰੀ ਨੇ ਵੀ ਜਵਾਬ ਦਿੱਤਾ ਸੀ ਪ੍ਰੰਤੂ ਕਾਂਗਰਸ ਪਾਰਟੀ ਨੂੰ ਮਿਲੀ ਕਰਾਰ ਤੋਂ ਬਾਅਦ ਇਸ ਤਰ੍ਹਾਂ ਸੂਬਾ ਛੱਡ ਕੇ ਪਾਰਟੀ ਵਲੋਂ ਮੁੱਖ ਮੰਤਰੀ ਰਹੇ ਸੀਨੀਅਰ ਆਗੂ ਦੇ ਵਿਦੇਸ਼ ਚ ਚਲੇ ਜਾਣ ਕਾਰਨ ਕਾਂਗਰਸੀ ਵਰਕਰਾਂ ਵਿਚ ਮਾਯੂਸੀ ਦੇਖਣ ਨੂੰ ਮਿਲ ਰਹੀ ਸੀ। ਇਹ ਵੱਖਰੀ ਗੱਲ ਹੈ ਕਿ ਉਨ੍ਹਾਂ ਦੇ ਵਾਪਸ ਆਉਣ ਤੋਂ ਬਾਅਦ ਸੂਬਾਈ ਕਾਂਗਰਸ ਵਿਚ ਨਵੀਂ ਸਫ਼ਾਬੰਦੀ ਹੋਣ ਦੀ ਸੰਭਾਵਨਾ ਬਣ ਗਈ ਹੈ, ਕਿਉਂਕਿ ਚੰਨੀ ਦੇ ਵਿਦੇਸ਼ ਚਲੇ ਜਾਣ ਕਾਰਨ ਮੌਜੂਦਾ ਸਮੇਂ ਕਾਂਗਰਸ ਵਿਚ ਸਥਾਪਤ ਆਗੂਆਂ ਨੇ ਵੀ ਨਰਾਜ਼ਗੀ ਜਤਾਈ ਸੀ। ਜਿਸਤੋਂ ਬਾਅਦ ਚਰਚਾ ਹੈ ਕਿ ਚੰਨੀ ਸਾਬਕਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮਿਲਕੇ ਮੁੜ ਅਪਣੇ ਗੁੱਟ ਨੂੰ ਮਜਬੂਤ ਕਰਨ ਦੀ ਕੋਸ਼ਿਸ਼ ਕਰਨਗੇ। ਹਾਲਾਂਕਿ ਦੋ ਦਿਨ ਪਹਿਲਾਂ ਸ: ਬਾਦਲ ਵਲੋਂ ਨਵਜੋਤ ਸਿੰਘ ਸਿੱਧੂ ਨਾਲ ਮਿਲਕੇ ਨਵੇਂ ਸਿਆਸੀ ਸਮੀਕਰਨ ਬਣਾਉਣ ਦਾ ਯਤਨ ਕੀਤਾ ਹੈ ਪ੍ਰੰਤੂ ਸਿੱਧੂ ਦੇ ਅਤਿ ਨਜਦੀਕੀ ਆਗੂਆਂ ਨੇ ਖ਼ੁਲਾਸਾ ਕੀਤਾ ਹੈ ਕਿ ‘‘ ਪਿਛੋਕੜ ਦੇ ਤਜਰਬੇ ਅਤੇ ਮੌਜੂਦਾ ਸਿਆਸੀ ਹਾਲਾਤਾਂ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਅਪਣੇ ਧੜੇ ਨਾਲ ਹੀ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਅੱਗੇ ਵਧਣਗੇ ਤੇ ਉਨ੍ਹਾਂ ਵਲੋਂ ਚੰਨੀ ਜਾਂ ਮਨਪ੍ਰੀਤ ਨਾਲ ਚੱਲਣ ਦੀ ਸੰਭਾਵਨਾ ਬਹੁਤ ਘੱਟ ਨਜ਼ਰ ਆ ਰਹੀ ਹੈ। ’’ਦਸਣਾ ਬਣਦਾ ਹੈ ਕਿ ਸਾਬਕਾ ਵਿਤ ਮੰਤਰੀ ਦਾ ਮੌਜੂਦਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਸਿਆਸੀ ਤੌਰ ’ਤੇ ਛੱਤੀ ਦਾ ਅੰਕੜਾ ਚੱਲ ਰਿਹਾ ਹੈ ਤੇ ਨੇੜ ਭਵਿੱਖ ਵਿਚ ਦੋਨਾਂ ਆਗੂਆਂ ਦੇ ਇਕਜੁਟ ਹੋ ਕੇ ਚੱਲਣ ਦੀ ਸੰਭਾਵਨਾ ਬਹੁਤ ਹੀ ਘੱਟ ਹੈ। ਇਸਤੋਂ ਇਲਾਵਾ ਮਾਂਝਾ ਬ੍ਰਿਗੇਡ ਵਿਚੋਂ ਵੀ ਜਿਆਦਾਤਰ ਆਗੂ ਚੰਨੀ ਤੇ ਮਨਪ੍ਰੀਤ ਧੜੇ ਤੋਂ ਦੂਰੀ ਬਣਾਈ ਰੱਖਣ ਵਿਚ ਭਲਾਈ ਸਮਝ ਰਹੇ ਹਨ। ਇਸ ਤਰ੍ਹਾਂ ਸਾਬਕਾ ਮੁੱਖ ਮੰਤਰੀ ਚੰਨੀ ਅਜਿਹੇ ਹਾਲਾਤਾਂ ਵਿਚ ਵੜਿੰਗ ਧੜੇ ਨਾਲ ਖੜਦਾ ਹੈ ਜਾਂ ਫ਼ਿਰ ਮੁੜ ਮਨਪ੍ਰੀਤ ਬਾਦਲ ਨੂੰ ਤਰਜੀਹ ਦਿੰਦਾ ਹੈ, ਇਹ ਵੀ ਦੇਖਣ ਵਾਲੀ ਗੱਲ ਹੋਵੇਗੀ।
ਮੁੱਖ ਸਕੱਤਰ ਨੇ ਪਨਬੱਸ ਅਤੇ ਪੀ.ਆਰ.ਟੀ.ਸੀ ਯੂਨੀਅਨ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਦਾ ਦਿਵਾਇਆ ਭਰੋਸਾ
ਸੂਬਾ ਸਰਕਾਰ ਵਲੋਂ ਪਹਿਲੇ ਸਾਲ ਤੋਂ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਰਿਹਾ, ਪੜਾਅਵਾਰ ਸਾਰੇ ਵਿਭਾਗਾਂ ਵਿਚ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ: ਜੰਜੂਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਦਸੰਬਰ:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਾਅਦੇ ਅਨੁਸਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕਾਰਵਾਈ ਜਾਰੀ ਹੈ। ਅੱਜ ਇੱਥੇ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫਦ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਮੌਜੂਦਾ ਸੂਬਾ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਤੋਂ ਹੀ ਕੱਚੇ ਮਾਲਾਜ਼ਮਾਂ ਨੂੰ ਪੱਕੇ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਪੜਾਅਵਾਰ ਸਾਰੇ ਵਿਭਾਗਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ।ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਵਲੋਂ ਮੁੱਖ ਸਕੱਤਰ ਨੂੰ ਆਪਣੀਆਂ ਵੱਖ ਵੱਖ ਮੰਗਾਂ ਬਾਰੇ ਜਾਣੂ ਕਰਵਾਇਆ ਜਿਸ ਬਾਰੇ ਮੁੱਖ ਸਕੱਤਰ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਇਨ੍ਹਾਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਮੁੱਖ ਸਕੱਤਰ ਨੇ ਯੂਨੀਅਨ ਦੀ ਇੱਕ ਅਹਿਮ ਮੰਗ ਨੂੰ ਪ੍ਰਵਾਨ ਕਰਦਿਆਂ ਕਿਸੇ ਨਾ ਕਿਸੇ ਕਾਰਨ ਕੱਢੇ ਗਏ ਕੱਚੇ ਮੁਲਾਜ਼ਮਾਂ ਦੇ ਕੇਸਾਂ ਦੀ ਰੀਵਿਊ ਕਰਕੇ ਸਭ ਨਾਲ ਇਨਸਾਫ ਕਰਨ ਸਬੰਧੀ ਸਕੱਤਰ ਟਰਾਂਸਪੋਰਟ ਨੂੰ ਹੁਕਮ ਜਾਰੀ ਕੀਤੇ।ਇਸ ਤੋਂ ਇਲਾਵਾ ਤਨਖਾਹ ਵਿਚ 5 ਫੀਸਦੀ ਸਲਾਨਾ ਵਾਧੇ ਬਾਰੇ ਵੀ ਕੇਸ ਨੂੰ ਘੋਖ ਕੇ ਪੇਸ਼ ਕਰਨ ਲਈ ਵੀ ਮੁੱਖ ਸਕੱਤਰ ਨੇ ਨਿਰਦੇਸ਼ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਜਾਰੀ ਕੀਤੇ। ਇਸ ਤੋਂ ਇਲਾਵਾ ਕੰਡਕਟਰਾਂ ਨੂੰ ਬਲੈਕਲਿਸਟ ਕਰਨ ਬਾਰੇ ਸ਼ਰਤਾਂ ਨੂੰ ਵੀ ਰੀਵਿਊ ਕਰਨ ਬਾਰੇ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ।ਮੁੱਖ ਸਕੱਤਰ ਨੇ ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਕਿਸੇ ਵੀ ਪ੍ਰਾਈਵੇਟ ਬੱਸ ਨੂੰ ਨਜ਼ਾਇਜ਼ ਨਾ ਚੱਲਣ ਦਿੱਤਾ ਜਾਵੇ, ਜਿਸ ਸਬੰਧੀ ਵੱਖ ਵੱਖ ਡਿਪੂਆਂ ਦੇ ਜਨਰਲ ਮਨੇਜਰਾਂ ਨੂੰ ਸਖਤੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਜਾਣ।
——-
ਡੀਜੀਪੀ ਵੱਲੋਂ ਸੜਕ ਹਾਦਸਿਆਂ ਅਤੇ ਟ੍ਰੈਫਿਕ-2021 ‘ਤੇ ਸਾਲਾਨਾ ਰਿਪੋਰਟ ਜਾਰੀ
ਕਿਤਾਬ ਵਿੱਚ ਸੂਬੇ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾਈ ਨਾਲ ਕੀਤਾ ਗਿਆ ਹੈ ਵਿਸ਼ਲੇਸ਼ਣ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਦਸੰਬਰ:ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਸਥਿਤ ਆਪਣੇ ਦਫ਼ਤਰ ਵਿਖੇ “ਸੜਕ ਹਾਦਸਿਆਂ ਅਤੇ ਟ੍ਰੈਫਿਕ-2021” ‘ਤੇ ਸਾਲਾਨਾ ਰਿਪੋਰਟ ਜਾਰੀ ਕੀਤੀ। ਇਹ ਕਿਤਾਬ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਏ.ਐਸ.ਰਾਏ ਅਤੇ ਪੰਜਾਬ ਦੇ ਟਰੈਫਿਕ ਸਲਾਹਕਾਰ ਡਾਕਟਰ ਨਵਦੀਪ ਅਸੀਜਾ ਦੀ ਮੌਜੂਦਗੀ ਵਿੱਚ ਜਾਰੀ ਕੀਤੀ ਗਈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਿਤਾਬ ਪੰਜਾਬ ਪੁਲਿਸ ਅਤੇ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਵੱਲੋਂ ਸੇਫ਼ ਸੁਸਾਇਟੀ ਦੇ ਸਹਿਯੋਗ ਨਾਲ ਕੀਤੀ ਗਈ ਪਹਿਲ ਹੈ। ਇਸ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਰਿਪੋਰਟ ਟ੍ਰੈਫਿਕ ਅਤੇ ਕਾਨੂੰਨ ਨੂੰ ਲਾਗੂ ਕਰਨ ਵਾਲੇ ਕਰਮਚਾਰੀਆਂ ਲਈ ਸੂਬੇ ਵਿੱਚ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ। ਇਸ ਤੋਂ ਇਲਾਵਾ ਇਹ ਸੜਕ ਸੁਰੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੇ ਵਿਦਵਾਨਾਂ ਅਤੇ ਸਿੱਖਿਆ ਸ਼ਾਸਤਰੀਆਂ ਲਈ ਵੀ ਰੈਫਰੈਂਸ ਮਟੀਰੀਅਲ ਵਜੋਂ ਮਹੱਤਵਪੂਰਨ ਸਾਬਤ ਹੋਵੇਗੀ।ਡੀ.ਜੀ.ਪੀ ਨੇ ਪੰਜਾਬ ਪੁਲਿਸ, ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਅਤੇ ਸੇਫ ਸੋਸਾਇਟੀ ਦੀਆਂ ਟੀਮਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ।
10 ਕਿਲੋ ਹੈਰੋਇਨ, 13.52 ਕਿਲੋ ਅਫੀਮ ਤੇ 17.66 ਲੱਖ ਰੁਪਏ ਦੀ ਡਰੱਗ ਮਨੀ ਸਮੇਤ 271 ਨਸ਼ਾ ਤਸਕਰ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜੋਂ ਖਤਮ ਕਰਨ ਲਈ ਵਚਨਬੱਧ: ਸੁਖਚੈਨ ਸਿੰਘ ਗਿੱਲ
ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗਿ੍ਰਫਤਾਰੀਆਂ ਵਿੱਚ ਭਾਰੀ ਵਾਧਾ, 573 ਤੱਕ ਅੱਪੜੀ ਗਿ੍ਰਫਤਾਰੀਆਂ ਦੀ ਗਿਣਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 19 ਦਸੰਬਰ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫਤੇ ਰਾਜ ਭਰ ’ਚ ਐਨ.ਡੀ.ਪੀ.ਐਸ. ਐਕਟ, ਤਹਿਤ 192 ਐਫਆਈਆਰ ਦਰਜ ਕਰਕੇ, ਜਿਸ ਵਿੱਚ 26 ਵਪਾਰਕ ਮਾਮਲੇ ਹਨ, 271 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ ਪੁਲਿਸ (ਹੈਡਕੁਆਰਟਰ)ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਇੱਥੇ ਆਪਣੀ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਸ ਨੇ ਦੋਸ਼ੀਆਂ ਕੋਲੋਂ 10.08 ਕਿਲੋ ਹੈਰੋਇਨ, 13.52 ਕਿਲੋ ਅਫੀਮ, 5.52 ਕਿਲੋ ਗਾਂਜਾ, 3.43 ਕੁਇੰਟਲ ਭੁੱਕੀ ਅਤੇ 54123 ਮੈਡੀਕਲ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 17.66 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਉਨਾਂ ਕਿਹਾ ਕਿ 5 ਜੁਲਾਈ, 2022 ਨੂੰ ਪੀ.ਓਜ/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਦੋਸ਼ੀਆਂ ਨੂੰ ਗਿ੍ਰਫਤਾਰ ਕੀਤੇ ਜਾਣ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 573 ਹੋ ਗਈ ਹੈ । ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।
ਸਰਕਾਰ ਜਲਦੀ ਕਰੇ ਕੱਚੇ ਮੁਲਾਜਮਾਂ ਨੂੰ ਵਿਭਾਗ ਵਿੱਚ ਰੈਗੂਲਰ – ਕੁਲਵੰਤ ਸਿੰਘ ਮਨੇਸ
ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਪੀ ਆਰ ਟੀ ਸੀ ਦਾ ਚੱਕਾ ਜਾਮ – ਸਰਬਜੀਤ ਭੁੱਲਰ
ਨਵੇਂ ਭਰਤੀ ਕੀਤੇ ਅਤੇ ਬਹਾਲ ਹੋਏ ਵਰਕਰਾਂ ਦੀ ਤਨਖ਼ਾਹ ਵਿੱਚ ਜਲਦ ਹੋਵੇ ਇਕਸਾਰਤਾ- ਸੰਦੀਪ ਗਰੇਵਾਲ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 19 ਦਸੰਬਰ : ਅੱਜ ਪਨਬੱਸ, ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਵੱਖ ਵੱਖ ਡਿੱਪੂਆਂ ਦੇ ਗੇਟਾਂ ’ਤੇ ਗੇਟ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਬੋਲਦਿਆਂ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ ਨੇ ਦਸਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਵਰਕਰਾਂ ਦੀਆਂ ਮੰਗਾਂ ਲਟਕਦੀਆਂ ਆ ਰਹੀਆਂ ਹਨ ਪਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ। ਪੰਜਾਬ ਵਿੱਚ ਬਦਲਾਵ ਦੇ ਰੂਪ ਵਿੱਚ ਲਿਆਂਦੀ ਗਈ ਆਮ ਆਦਮੀ ਦੀ ਸਰਕਾਰ ਤੋਂ ਕੱਚੇ ਮੁਲਾਜਮਾਂ ਨੂੰ ਬਹੁਤ ਉਮੀਦਾਂ ਸਨ ਪਰ ਸਰਕਾਰ ਵੱਲੋਂ ਫਿਰ ਤੋਂ ਵਿਭਾਗ ਵਿੱਚ ਆਊਟਸੋਰਸ ਤੇ ਭਰਤੀ ਕਰਕੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ,ਦੂਸਰੇ ਪਾਸੇ ਮਹਿਕਮੇ ਵਿਚ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਅਪਰੇਟਰਾਂ ਦੀਆਂ ਬੱਸਾਂ ਪਾ ਕੇ ਸਰਕਾਰੀ ਅਦਾਰੇ ਖਤਮ ਕਰਨ ਤੇ ਤੁਲੀ ਹੋਈ ਹੈ । ਉਹਨਾਂ ਦਸਿਆ ਕਿ ਇਕ ਮਹਿਕਮੇ ਵਿੱਚ ਕੱਚੇ ਮੁਲਾਜਮਾਂ ਨੂੰ ਦੋ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ, ਜਿਹੜੇ ਵਰਕਰ ਪੁਰਾਣੇ ਕੰਮ ਕਰ ਰਹੇ ਹਨ, ਉਹਨਾਂ ਨੂੰ ਤਾਂ ਪੰਦਰਾਂ ਹਜਾਰ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਂਦੀ ਹੈ ਪਰ ਜਿਹੜੇ ਵਰਕਰ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਭਰਤੀ ਕੀਤੇ ਗਏ ਹਨ, ਉਹਨਾਂ ਨੂੰ ਨੌ ਹਜਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ, ਇਸੇ ਤਰ੍ਹਾਂ ਹੀ ਜੇਕਰ ਕੋਈ ਸਾਥੀ ਰਿਪੋਰਟ ਤੋਂ ਬਾਅਦ ਬਹਾਲ ਹੋ ਕੇ ਡਿਊਟੀ ਤੇ ਆਉਂਦਾ ਹੈ ਤਾਂ ਉਸਨੂੰ ਵੀ ਘੱਟ ਤਨਖਾਹ ਤੇ ਹੀ ਲਿਆ ਜਾਂਦਾ ਹੈ। ਜਥੇਬੰਦੀ ਤਨਖਾਹ ਵਿੱਚ ਇਕਸਾਰਤਾ ਦੀ ਮੰਗ ਕਰਦੀ ਹੈ ਅਤੇ ਕਿਲੋਮੀਟਰ ਦੀਆਂ ਬੱਸਾਂ ਦਾ ਡੱਟ ਕੇ ਵਿਰੋਧ ਕਰਦੀ ਹੈ। ਇਸ ਮੌਕੇ ਬੋਲਦਿਆਂ ਡੀਪੂ ਪ੍ਰਧਾਨ ਸੰਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਪੀ ਆਰ ਟੀ ਸੀ ਵਿੱਚ ਡਾਇਰੈਕਟ ਕੰਟਰੈਕਟ ਤੇ ਕੰਮ ਕਰਦੇ ਵਰਕਰਾਂ ਨੂੰ ਜਲਦੀ ਵਿਭਾਗ ਵਿੱਚ ਪੱਕਾ ਕੀਤਾ ਜਾਵੇ ਅਤੇ ਬਾਕੀ ਆਊਟਸੋਰਸ ਤੇ ਕੰਮ ਕਰਦੇ ਸਮੂਹ ਵਰਕਰਾਂ ਨੂੰ ਕੰਟਰੈਕਟ ਤੇ ਲਿਆ ਜਾਵੇ ਤਾਂ ਜ਼ੋ ਹਰ ਸਾਲ ਲਗਭਗ ਵੀਹ ਕਰੋੜ ਰੁਪਏ ਦੇ ਰੂਪ ਵਿੱਚ ਜਾਣ ਵਾਲਾ ਪੈਸਾ ਬਚਾਇਆ ਜਾ ਸਕੇ। ਇਸ ਮੌਕੇ ਬੋਲਦਿਆਂ ਡੀਪੂ ਚੇਅਰਮੈਨ ਸਰਬਜੀਤ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਅੱਜ ਵਾਲੀ ਮੀਟਿੰਗ ਵਿੱਚ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਕੱਲ ਤੋਂ ਪੀ ਆਰ ਟੀ ਸੀ ਦੇ ਸਮੂਹ ਡਿੱਪੂਆਂ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਪੱਕਾ ਮੋਰਚਾ ਲਾਇਆ ਜਾਵੇਗਾ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਸੰਘਰਸ਼ ਕਰਕੇ ਸਰਕਾਰ ਤੋਂ ਆਪਣੀਆਂ ਮੰਗਾਂ ਮੰਗਵਾਈਆਂ ਜਾਣਗੀਆਂ। ਇਸ ਮੌਕੇ ਗੇਟ ਰੈਲੀ ਵਿੱਚ ਬਲਕਾਰ ਸਿੰਘ , ਰੇਸ਼ਮ ਸਿੰਘ, ਗੁਰਪ੍ਰੀਤ ਕਮਾਲੁ, ਸਤਵਿੰਦਰ ਸਿੰਘ ਸੱਤੂ ਹਾਜ਼ਰ ਹੋਏ।
21 ਫ਼ਰਵਰੀ 2023 ਤੱਕ ਸਾਰੇ ਸਾਇਨ ਬੋਰਡ ਪੰਜਾਬੀ ਭਾਸ਼ਾ ਚ ਜਾਣ ਲਿਖੇ :ਡਿਪਟੀ ਕਮਿਸ਼ਨਰ
ਸਰਕਾਰੀ, ਗ਼ੈਰ ਸਰਕਾਰੀ, ਪ੍ਰਾਈਵੇਟ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪਣੇ ਸਾਇਨ ਬੋਰਡ ਪੰਜਾਬੀ ਭਾਸ਼ਾ ਚ ਲਿਖਣੇ ਹੋਣਗੇ ਲਾਜ਼ਮੀ
ਨਿਰਧਾਰਿਤ ਮਿਤੀ ਤੋਂ ਬਾਅਦ ਅਣਗਹਿਲੀ ਕਰਨ ਵਾਲਿਆਂ ਖਿਲਾਫ਼ ਰਾਜ ਭਾਸ਼ਾ ਐਕਟ 1967 ਤਹਿਤ ਹੋਵੇਗੀ ਕਾਨੂੰਨੀ ਕਾਰਵਾਈ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 19 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹੇ ਦੇ ਸਾਰੇ ਸਾਈਨ ਬੋਰਡ 21 ਫ਼ਰਵਰੀ 2023 ਪੰਜਾਬੀ ਭਾਸ਼ਾ ਵਿੱਚ ਲਿਖਣੇ ਲਾਜ਼ਮੀ ਬਣਾਏ ਜਾਣਗੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਭਾਸ਼ਾ ਸਥਿਰ ਨਹੀਂ ਰਹਿੰਦੀ ਸਮੇਂ ਦੇ ਨਾਲ-ਨਾਲ ਭਾਸ਼ਾ ਵਿੱਚ ਨਵੇਂ ਸ਼ਬਦ ਜੁੜਦੇ ਰਹਿੰਦੇ ਹਨ ਤੇ ਪ੍ਰਸਾਰ ਵਿੱਚ ਕੁਝ ਨਾ ਕੁਝ ਬਦਲਾਅ ਅਤੇ ਵਾਧਾ ਹੁੰਦਾ ਰਹਿੰਦਾ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਜ਼ਿਲ੍ਹੇ ਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ, ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਾਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁੱਖੀ ਲਿਪੀ) ਵਿਚ ਲਿਖੇ ਜਾਣਗੇ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠ ਲਿਖਿਆ ਜਾਵੇਗਾ।
ਪ੍ਰੈਸ ਕਾਨਫ਼ਰੰਸ ਦੌਰਾਨ ਸ਼ੌਕਤ ਅਹਿਮਦ ਪਰੇ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਨਾਮ ਪਟੀਆਂ/ਸਾਈਨ ਬੋਰਡ 21 ਫਰਵਰੀ 2023 ਤੋਂ ਪਹਿਲਾਂ-ਪਹਿਲਾਂ ਪੰਜਾਬੀ ਭਾਸ਼ਾ ਵਿਚ ਲਿਖਿਆ ਜਾਣਾ ਯਕੀਨੀ ਬਣਾਉਣਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰੇ ਵੀ ਆਪੋਂ-ਆਪਣੇ ਸਾਇਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣੇ ਲਾਜ਼ਮੀ ਬਣਾਉਣਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਿਰਧਾਰਿਤ ਮਿਤੀ ਤੋਂ ਬਾਅਦ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਤ ਖਿਲਾਫ਼ ਪੰਜਾਬ ਰਾਜ ਭਾਸ਼ਾ ਐਕਟ 1967 ਅਧੀਨ ਜੁਰਮਾਨਾ ਲਗਾਉਣ ਤੋਂ ਇਲਾਵਾ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਾਸ਼ਾ ਦਾ ਮੂਲ ਮੰਤਵ ਜੋ ਗੱਲ ਅਸੀਂ ਦੂਸਰੇ ਵਿਅਕਤੀ ਤੱਕ ਪਹੁੰਚਾਉਣਾ ਚਾਹੁੰਦੇ ਹਨ ਉਹ ਸਹੀ ਅਰਥਾਂ ਵਿੱਚ ਉਸ ਤੱਕ ਪਹੁੰਚ ਜਾਵੇ। ਉਨ੍ਹਾਂ ਹੋਰ ਕਿਹਾ ਕਿ ਜੇਕਰ ਕਿਸੇ ਵੀ ਵਿਭਾਗ ਦੇ ਅਧਿਕਾਰੀ ਨੂੰ ਪੰਜਾਬੀ ਭਾਸ਼ਾ ਲਿਖਣ ਸਮੇਂ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਇਸ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਤੋਂ ਪਹਿਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਕੀਰਤੀ ਕਿਰਪਾਲ ਨੇ ਸੂਬਾ ਸਰਕਾਰ ਵੱਲੋਂ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਆਮ ਲੋਕਾਂ ਨੂੰ ਬੈਂਕ ਦੀਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਬਣਾਇਆ ਜਾਵੇ ਯਕੀਨੀ : ਸ਼ੌਕਤ ਅਹਿਮਦ ਪਰੇ
ਕਿਹਾ, ਪੁਰਾਣੇ ਲੋਨ ਕੇਸਾਂ ਨੂੰ ਜਲਦ ਚਾੜ੍ਹਿਆ ਜਾਵੇ ਨੇਪਰੇ
ਸੰਭਾਵਤਾ ਯੁਕਤ ਰਿਣ ਯੋਜਨਾ ਕਿਤਾਬਚਾ ਕੀਤਾ ਜਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਬੈਂਕ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਬੈਂਕਾਂ ਨਾਲ ਚੱਲ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸਕੀਮਾਂ ਤੇ ਕਾਰਜਾਂ ਬਾਰੇ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਬੈਂਕਾਂ ਨਾਲ ਸਮੱਸਿਆਵਾਂ ਵੀ ਸੁਣੀਆਂ, ਜਿਨ੍ਹਾ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸੰਭਾਵਤਾ ਯੁਕਤ ਰਿਣ ਯੋਜਨਾ ਕਿਤਾਬਚਾ ਜਾਰੀ ਕਰਨ ਉਪਰੰਤ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਬੈਂਕ ਦੀਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਬੈਂਕ ਪਾਸੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਭਲਾਈ ਸਕੀਮਾਂ ਦੇ ਲਾਭਾਂ ਬਾਰੇ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਪੁਰਾਣੇ ਪਏ ਲੋਨ ਕੇਸਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਅਪਲਾਈ ਕੀਤਾ ਲੋਨ ਪੈਂਡਿੰਗ ਨਾ ਰਹਿਣ ਦਿੱਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬੈਂਕਾਂ ਅਤੇ ਏਟੀਐਮਜ਼ ਦੇ ਸੀਸੀਟੀਵੀ ਕੈਮਰਿਆਂ ਨੂੰ ਨਿਰੰਤਰ ਚਾਲੂ ਰੱਖਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਿਖਲਾਈ ਅਧੀਨ ਆਈਏਐਸ ਮੈਡਮ ਮਾਨਸੀ, ਲੀਡ ਬੈਂਕ ਮੈਨੇਜ਼ਰ ਸ਼੍ਰੀਮਤੀ ਮੰਜੂ ਮਲਹੋਤਤਰਾ, ਮੈਡਮ ਅਨੀਤਾ ਸ਼ਰਮਾ, ਨਾਬਾਰਡ ਦੇ ਏਜੀਐਮ ਸ਼੍ਰੀ ਅਮਿੱਤ ਗਰਗ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਬਠਿੰਡਾ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਸੜਕੀ ਦੁਰਘਟਨਾਵਾਂ ਘਟਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਜ਼ਿਲ੍ਹਾ ਪੱਧਰੀ ਰੋਡ ਸੇਫ਼ਟੀ ਕਮੇਟੀ ਦੀ ਕੀਤੀ ਮਹੀਨਾਵਾਰ ਬੈਠਕ
ਵਿਧਾਇਕ ਜਗਰੂਪ ਗਿੱਲ ਤੇ ਜਗਸੀਰ ਸਿੰਘ ਨੇ ਕੀਤੀ ਵਿਸ਼ੇਸ਼ ਤੌਰ ਤੇ ਸ਼ਿਰਕਤ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 19 ਦਸੰਬਰ : ਜ਼ਿਲ੍ਹਾ ਪੱਧਰੀ ਰੋਡ ਸੇਫ਼ਟੀ ਕਮੇਟੀ ਦੀ ਮਹੀਨਾਵਾਰ ਬੈਠਕ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੋਡ ਸੇਫ਼ਟੀ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਕਿਹਾ ਕਿ ਉਹ ਆਪੋਂ-ਆਪਣੇ ਖੇਤਰ ਨਾਲ ਸਬੰਧਤ ਰੋਡ ਸੇਫ਼ਟੀ ਦੇ ਮੱਦੇਨਜ਼ਰ ਐਕਸੀਡੈਂਟ ਦਰ ਨੂੰ ਘਟਾਉਣ ਲਈ ਕੀਤੇ ਜਾਣ ਵਾਲੇ ਤੇ ਕੀਤੇ ਗਏ ਲੋੜੀਂਦੇ ਕਾਰਜਾਂ ਸਬੰਧੀ ਸਟੇਟਸ ਰਿਪੋਰਟ ਅਗਲੀ ਬੈਠਕ ਦੌਰਾਨ ਪੇਸ਼ ਕਰਨਾ ਲਾਜ਼ਮੀ ਬਣਾਉਣ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਿੰਗ ਰੋਡ ਤੋਂ ਬਰਨਾਲ ਰੋਡ ਨੈਸ਼ਨਲ ਹਾਈਵੇਅ ਤੇ ਚੜ੍ਹਨ ਲਈ ਕੈਂਟ ਨਜ਼ਦੀਕ ਢੁੱਕਵਾ ਅੰਡਰ ਪਾਸ ਲਈ ਪਰਪੋਜ਼ਲ ਤਿਆਰ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਰਾਮਪੁਰਾ ਵਿਖੇ ਨੈਸ਼ਨਲ ਹਾਈਵੇਅ ਤੇ ਪੁਲ ਉਤਰਦਿਆਂ ਹੀ ਚੌਂਕ ਨਜ਼ਦੀਕ ਬਣੇ ਕੱਟ ਨੂੰ ਬੰਦ ਕਰਨਾ ਤੇ ਇਸ ਲਈ ਢੁੱਕਵੇਂ ਪ੍ਰਬੰਧ ਕਰਨੇ ਲਾਜ਼ਮੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਆਦੇਸ਼ ਹਸਪਤਾਲ ਦੇ ਸਾਹਮਣੇ ਖੜ੍ਹੇ ਹੁੰਦੇ ਗੰਦੇ ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੈਸ਼ਲ ਪੰਪਿੰਗ ਸਟੇਸ਼ਨ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕੈਂਟ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਬੀਬੀ ਵਾਲਾ ਚੌਂਕ ਤੋਂ ਲੈ ਕੇ ਰਾਮਪੁਰਾ ਤੱਕ ਢੁੱਕਵੀਂ ਸਰਵਿਸ ਲਾਇਨ ਬਣਾਉਣ ਤੋਂ ਇਲਾਵਾ ਭੁੱਚੋਂ ਟੋਲ ਪਲਾਜ਼ਾ ਵਿਖੇ ਸਾਈਡ ਤੋਂ ਐਮਰੀਜੈਂਸੀ ਵਹੀਕਲਾਂ ਲਈ ਬੰਦ ਕੀਤਾ ਰਸਤਾ ਤਰੁੰਤ ਖੁਲਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬਰਨਾਲਾ ਬਾਈਪਾਸ ਦੇ ਕੰਮ ਨੂੰ ਜਲਦ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਤੇ ਲੋੜੀਂਦੀਆਂ ਐਬੂਲੈਂਸਾਂ, ਸੀਸੀਟੀਵੀ ਕੈਮਰੇ ਅਤੇ ਲਾਇਟਾਂ ਨੂੰ ਚਾਲੂ ਰੱਖਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨੈਸ਼ਨਲ ਹਾਈਵੇਅ ਤੇ ਸਟੇਟ ਹਾਈਵੇਅ ਉੱਤੇ ਗਲਤ ਸਾਈਡ ਤੋਂ ਆਉਣ ਵਾਲੇ ਵਹੀਕਲਾਂ ਖਿਲਾਫ਼ ਸਖਤੀ ਵਰਤੀ ਜਾਵੇ ਤਾਂ ਜੋ ਇਨ੍ਹਾਂ ਕਾਰਨ ਵਾਪਰਨ ਵਾਲੀਆਂ ਦੁਰਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਇਸ ਤੋਂ ਪਹਿਲਾਂ ਸਿਖਲਾਈ ਅਧੀਨ ਆਈਏਐਸ ਅਧਿਕਾਰੀ ਮੈਡਮ ਮਾਨਸੀ ਨੇ ਜ਼ਿਲ੍ਹੇ ਅੰਦਰ ਰੋਡ ਸੇਫ਼ਟੀ ਸਬੰਧੀ ਕੀਤੇ ਜਾ ਰਹੇ ਕਾਰਜਾਂ ਤੋਂ ਇਲਾਵਾ ਜ਼ਿਲ੍ਹੇ ਅੰਦਰ ਐਕਸੀਡੈਂਟ ਸਬੰਧੀ ਵਾਪਰਨ ਵਾਲੇ ਸਥਾਨਾਂ, ਸਮਾਂ, ਕਾਰਨਾਂ, ਵਹੀਕਲਾਂ ਸਬੰਧੀ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਆਦਾਤਰ ਐਕਸੀਡੈਂਟ ਓਵਰ ਸਪੀਡ, ਓਵਰਟੇਕ, ਆਵਾਰਾ ਪਸ਼ੂਆਂ ਦੇ ਨਾਲ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਐਕਸੀਡੈਂਟ ਦਾ ਸ਼ਿਕਾਰ ਹੋਣ ਵਾਲੇ ਜ਼ਿਆਦਾਤਰ ਦੋ ਪਹੀਆ ਵਾਹਨ ਹਨ। ਐਕਸੀਡੈਂਟ ਕਾਰਨ ਮਰਨ ਵਾਲਿਆਂ ਦੀ ਤਾਦਾਦ ਚ ਜ਼ਿਆਦਾਤਰ ਵਹੀਕਲ ਚਾਲਕ ਵਲੋਂ ਹੈਲਮੈਟ ਨਾ ਪਾਉਣਾ ਵੀ ਇੱਕ ਵੱਡਾ ਕਾਰਨ ਹੈ।ਇਸ ਮੌਕੇ ਉਪ ਮੰਡਲ ਮੈਜਿਸਟ?ਰੇਟ ਰਾਮਪੁਰਾ ਸ਼?ਰੀ ਓਮ ਪ੍ਰਕਾਸ਼, ਉਪ ਮੰਡਲ ਮੈਜਿਸਟਰੇਟ ਮੌੜ ਵਰਿੰਦਰ ਸਿੰਘ, ਰੀਜਨਲ ਟਰਾਂਸਪੋਰਟ ਅਫ਼ਸਰ ਰਾਜਦੀਪ ਸਿੰਘ ਬਰਾੜ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।





