Saturday, May 16, 2026
Home Blog Page 2393

ਮੁੱਖ ਮੰਤਰੀ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਵਿਸਥਾਰ ਲਈ ਪੂਰਨ ਸਹਿਯੋਗ ਦਾ ਭਰੋਸਾ

0

ਖੇਤਰ ਵਿੱਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ ਸਰਕਾਰ
ਪ੍ਰਾਜੈਕਟ ਦੀ ਸਥਾਪਨਾ ਨਾਲ ਪੈਟਰੋਕੈਮੀਕਲ ਹੱਬ ਵਜੋਂ ਉਭਰੇਗਾ ਪੰਜਾਬ
ਪੰਜਾਬ ਦੀ ਸ਼ਾਂਤੀ ਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ
ਪਵਿੱਤਰ ਨਗਰੀ ਤਲਵੰਡੀ ਸਾਬੋ ਦਾ ਸਰਬਪੱਖੀ ਵਿਕਾਸ ਕਰਨ ਦਾ ਐਲਾਨ
ਪੰਜਾਬੀ ਖਬਰਸਾਰ ਬਿਉਰੋ
ਤਲਵੰਡੀ ਸਾਬੋ (ਬਠਿੰਡਾ), 2 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਦੇ ਪ੍ਰਬੰਧਕਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਵਿਸਥਾਰ ਲਈ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ ਹੈ।
ਮੁੱਖ ਮੰਤਰੀ ਨੇ ਅੱਜ ਇੱਥੇ ਰਿਫਾਇਨਰੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਦੇ ਹੋਰ ਵਿਸਥਾਰ ਵਿੱਚ ਸਹਿਯੋਗ ਦੇਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਬਹੁਤ ਅਹਿਮੀਅਤ ਰੱਖਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੂਜੇ ਸੂਬਿਆਂ ਤੋਂ ਪਲਾਸਟਿਕ ਦੀ ਦਰਾਮਦ ਨੂੰ ਰੋਕਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤਰ ਦੇ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਸਹਾਈ ਹੋਵੇਗਾ।
ਮੁੱਖ ਮੰਤਰੀ ਨੇ ਸੰਤੁਸ਼ਟੀ ਜ਼ਾਹਰ ਕਰਿਦਆਂ ਕਿਹਾ ਕਿ ਐਚ.ਐਮ.ਈ.ਐਲ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਪੰਜਾਬ ਵਿੱਚ ਸਥਾਪਤ ਹੋਣ ਵਾਲਾ ਪਹਿਲਾ ਤੇਲ ਤੇ ਗੈਸ ਪ੍ਰੋਜੈਕਟ ਹੈ ਅਤੇ ਇਕੋ ਥਾਂ ‘ਤੇ ਪੂੰਜੀ ਨਿਵੇਸ਼ ਕਰਨ ਨਾਲ ਇਹ ਸੂਬੇ ਦੀ ਸਭ ਤੋਂ ਵੱਡੀ ਕੰਪਨੀ ਹੈ। ਉਨ੍ਹਾਂ ਕਿਹਾ ਕਿ ਰਿਫਾਇਨਰੀ ਭਾਰਤ ਪੜਾਅ-VI ਦੇ ਅਨੁਕੂਲ ਆਵਾਜਾਈ ਫਿਊਲਜ਼ ਜਿਵੇਂ ਮੋਟਰ ਸਪਿਰਟ ਅਤੇ ਹਾਈ-ਸਪੀਡ ਡੀਜ਼ਲ ਆਦਿ ਦਾ ਉਤਪਾਦਨ ਕਰਦੀ ਹੈ ਅਤੇ ਇਸਨੂੰ ਉੱਤਰੀ ਭਾਰਤ ਦੀ ਊਰਜਾ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਕ ਹੋਰ ਗੁਰੂ ਗੋਬਿੰਦ ਸਿੰਘ ਪੋਲੀਮਰ ਪ੍ਰਾਜੈਕਟ ਸ਼ੁਰੂ ਹੋਣ ਨਾਲ ਸੂਬੇ ਨੂੰ ਪੈਟਰੋ ਕੈਮੀਕਲ ਹੱਬ ਵਜੋਂ ਸਥਾਪਿਤ ਕਰੇਗਾ ਅਤੇ ਪੰਜਾਬ ਅਤੇ ਖਾਸ ਕਰਕੇ ਬਠਿੰਡਾ ਖੇਤਰ ਨੂੰ ਹੋਰ ਸਮਾਜਿਕ-ਆਰਥਿਕ ਲਾਭ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਰਿਫਾਇਨਰੀ ਸੂਬੇ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਖੇਤਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ। ਉਨ੍ਹਾਂ ਨੇ ਰਿਫਾਈਨਰੀ ਦੇ ਪ੍ਰਬੰਧਕਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਆਖਿਆ ਕਿ ਨੌਕਰੀਆਂ ਜ਼ਿਆਦਾਤਰ ਸਥਾਨਕ ਨੌਜਵਾਨਾਂ ਨੂੰ ਦਿੱਤੀਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਰਿਫਾਇਨਰੀ ਨੂੰ ਸੂਬੇ ਵਿੱਚ ਯੋਗ ਹੁਨਰਮੰਦ ਨੌਜਵਾਨਾਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੂਬਾ ਸਰਕਾਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਰਾਹੀਂ ਇਸ ਦੀ ਵਿਵਸਥਾ ਕਰਵਾਏਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਮਨਸੂਬੇ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਇਸ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ ਪਰ ਸੂਬਾ ਸਰਕਾਰ ਵੱਲੋਂ ਅਜਿਹੇ ਕਿਸੇ ਵੀ ਨਾਪਾਕ ਇਰਾਦੇ ਨੂੰ ਸਫਲ ਨਹੀਂ ਹੋਣ ਦੇਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ ਜਿਸ ਕਰਕੇ ਝੂਠੇ ਮੁੱਦਿਆਂ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਪਰ ਵਿਰੋਧੀ ਧਿਰ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਮਨ-ਸ਼ਾਂਤੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਆਪਣੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਜਾਰੀ ਰੱਖੇਗੀ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਤਲਵੰਡੀ ਸਾਬੋ ਦੀ ਨੁਹਾਰ ਬਦਲਣ ਲਈ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਦੇ ਸਰਬਪੱਖੀ ਵਿਕਾਸ ਲਈ ਮੁਕੰਮਲ ਯੋਜਨਾ ਉਲੀਕੀ ਜਾਵੇਗੀ।ਇਸ ਮੌਕੇ ਮੁੱਖ ਮੰਤਰੀ ਦੇ ਨਾਲ ਵਿਧਾਇਕ ਜਗਰੂਪ ਸਿੰਘ ਗਿੱਲ, ਅਮਿਤ ਰਤਨ, ਪ੍ਰੋ: ਬਲਜਿੰਦਰ ਕੌਰ, ਬਲਕਾਰ ਸਿੰਘ ਸਿੱਧੂ, ਸੁਖਵੀਰ ਸਿੰਘ ਮਾਈਸਰਖਾਨਾ, ਜਗਸੀਰ ਸਿੰਘ, ਪ੍ਰਿੰਸੀਪਲ ਬੁੱਧ ਰਾਮ, ਗੁਰਪ੍ਰੀਤ ਸਿੰਘ ਬਣਾਂਵਾਲੀ ਆਦਿ ਹਾਜ਼ਰ ਸਨ।

1008 ਕਰੋੜ ਵੱਧ ਕਮਾਉਣ ਵਾਲੇ ਟਰਾਸਪੋਰਟ ਦੇ ਕਾਮਿਆਂ ਦੀ ਨਹੀਂ ਸੁਣਦੀ ਸਰਕਾਰ -ਗੁਰਪ੍ਰੀਤ ਢਿੱਲੋਂ

0

ਪਨਬੱਸ ਅਤੇ  ਦੇ ਮੁਲਾਜਮਾਂ ਵਲੋਂ ਧਰਨੇ ਰੋਸ ਪ੍ਰਦਰਸਨ ਸਮੇਂ 27-28-29-ਸਤੰਬਰ ਦੀ ਹੜਤਾਲ ਦੀ ਤਿਆਰੀ -ਜਗਸੀਰ ਸਿੰਘ ਮਾਣਕ

ਆਮ ਆਦਮੀ ਦੀ ਸਰਕਾਰ ਕੋਲ ਨਹੀਂ ਕੱਚੇ ਮੁਲਾਜਮਾਂ ਲਈ ਸਮਾਂ ਗੇਟ ਰੈਲੀਆਂ ਕਰਕੇ ਕੱਢੀ ਭੜਾਸ -ਗੁਰਸੇਵਕ ਸਿੰਘ

ਪੰਜਾਬੀ ਖ਼ਬਰਸਾਰ ਬਿਉਰੋ

ਸ੍ਰੀ ਮੁਕਤਸਰ ਸਾਹਿਬ, 2 ਸਤੰਬਰ: ਪੰਜਾਬ ਰੋਡਵੇਜ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਪੰਜਾਬ ਦੇ 27 ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਗੇਟ ਤੇ ਬੋਲਦਿਆਂ ਸੂਬਾ ਜੋਇੰਟ ਸਕੱਤਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਹਿ ਕਿ ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਪੱਕਾ ਰੋਜਗਾਰ ਦੀ ਗੱਲ ਕਰਦੀ ਹੈ ਪ੍ਰੰਤੂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਵੱਲੋਂ ਸਰਕਾਰ ਦੇ ਅੰਕੜਿਆਂ ਮੁਤਾਬਿਕ 1008 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਉਹਨਾਂ ਨੂੰ ਮਿਲਣ ਜਾ ਮੰਗਾਂ ਦਾ ਹੱਲ ਕਰਨ ਦਾ ਸਮਾਂ ਨਹੀਂ ਹੈ ਹੱਲ ਤਾਂ ਕੀ ਕਰਨਾ ਪੱਕਾ ਰੋਜਗਾਰ ਦਿਆਂਗੇ ਕਹਿਣ ਵਾਲੀ ਸਰਕਾਰ ਨੇ ਉਲਟਾ ਟਰਾਂਸਪੋਰਟ ਵਿਭਾਗ ਵਿੱਚ ਫੇਰ ਤੋਂ ਆਊਟ ਸੋਰਸਿੰਗ ਦੀ ਭਰਤੀ ਕੱਢ ਰਹੀ ਹੈ ਜਿਸ ਤੋਂ ਸਾਬਿਤ ਹੁੰਦਾ ਹੈ ਕਿ ਉਹ ਸਰਕਾਰ ਵੀ ਕੇਵਲ ਦਿਖਾਵੇ ਕਰ ਰਹੀ ਹੈ।ਡਿਪੂ ਪ੍ਰਧਾਨ ਜਗਸੀਰ ਸਿੰਘ ਮਾਣਕ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਭਿ੍ਰਸ਼ਟਾਚਾਰ ਫੇਲ ਰਹੀ ਹੈ। ਸਰਕਾਰੀ ਵਿਭਾਗਾਂ ਦੇ ਵਿੱਚ ਪ੍ਰਾਈਵੇਟ ਘਰਾਣਿਆਂ ਦੀਆਂ ਨਿੱਜੀ ਬੱਸਾਂ ਪਾ ਕੇ ਵਿਭਾਗਾਂ ਦਾ ਨਿੱਜੀਕਰਨ ਕਰਨਾ ਚਾਹੁੰਦੇ ਹਨ। ਗੁਰਸੇਵਕ ਸਿੰਘ ਜਨਰਲ ਸਕੱਤਰ ,ਗੁਰਬਾਜ ਸਿੰਘ ਮੀਤ ਪ੍ਰਧਾਨ , ਮਨਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਵਿਭਾਗਾਂ ਦੇ ਪੀ ਆਰ ਟੀ ਸੀ ਦੇ ਕੋਰਟ ਕੇਸ ਜਿੱਤੇ ਮੁਲਾਜ਼ਮਾਂ ਨੂੰ ਤਾਨਾਸ਼ਾਹੀ ਰਵਈਏ ਨਾਲ ਅੱਧੇ ਵਰਕਰਾਂ ਨੂੰ ਜੁਆਇਨ ਕਰਵਾਕੇ ਅਤੇ ਅੱਧਿਆ ਨੂੰ ਬਾਹਰ ਰੱਖ ਕੇ ਅਤੇ ਨਵੇਂ ਬਹਾਲ ਵਰਕਰਾਂ ਅਤੇ ਡਾਟਾ ਐਟਰੀ ਉਪਰੇਟਰ,ਅਡਵਾਸ ਬੁੱਕਰਾ ਦੀਆ ਤਨਖਾਹ ਘੱਟ ਦੇ ਕੇ ਉਹਨਾਂ ਦਾ ਸੋਸਣ ਕੀਤਾ ਜਾ ਰਿਹਾ। ਜਿਸਦੇ ਚੱਲਦੇ ਯੂਨੀਅਨ ਦੇ ਫੈਸਲੇ ਅਨੁਸਾਰ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਦੇ ਲਈ  6 ਸਤੰਬਰ ਨੂੰ  ਪੀ,ਆਰ,ਟੀ, ਸੀ, ਦੇ ਮੁੱਖ ਦਫਤਰ ਪਟਿਆਲੇ ਅੱਗੇ ਧਰਨਾ ਦਿੱਤਾ ਜਾਵੇਗਾ ਆਉਣ ਵਾਲੀ 13 ਸਤੰਬਰ ਨੂੰ ਪਨਬਸ ਦੇ ਮੁੱਖ ਦਫਤਰ ਚੰਡੀਗੜ ਧਰਨਾ ਦਿੱਤਾ ਜਾਵੇਗਾ  20 ਸਤੰਬਰ ਨੂੰ ਟ੍ਰਾਂਸਪੋਰਟ ਮੰਤਰੀ ਪੰਜਾਬ ਦੀ ਕੋਠੀ ਦੇ ਅੱਗੇ ਰੋਸ ਪ੍ਰਦਰਸਨ ਕੀਤਾ ਜਾਵੇਗਾ ਜੇਕਰ ਫੇਰ ਵੀ ਸੁਣਵਾਈ ਨਾ ਹੋਈ ਤਾ 27,28,29 ਸਤੰਬਰ 2022 ਨੂੰ ਸੂਬਾ ਪੱਧਰੀ ਹੜਤਾਲ ਕਰਕੇ ਟਰਾਂਸਪੋਰਟ ਦਾ ਚੱਕਾ ਜਾਮ ਕੀਤਾ ਜਾਵੇਗਾ ਮੁੱਖ ਮੰਤਰੀ ਪੰਜਾਬ ਦਾ ਵੀ ਘਿਰਾਓ ਕੀਤਾ ਜਾਵੇਗਾ ।ਇਸ ਮੌਕੇ ਸੁੱਖਭਿੰਦਰ ਸਿੰਘ, ਭੁਪਿੰਦਰ ਸਿੰਘ ਸੰਧੂ, ਗੁਰਪਿਆਰ ਸਿੰਘ, ਗੁਰਵਿੰਦਰ ਸਿੰਘ ਵਰਕਸ਼ਾਪ ਪ੍ਰਧਾਨ, ਬਲਜਿੰਦਰ ਸਿੰਘ ਧਿਗਾਨਾ ਆਦਿ ਹਾਜਰ ਸਨ।

75ਵੀ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰੀ ਵਿੱਦਿਅਕ ਮੁਕਾਬਲੇ ਆਨਲਾਈਨ ਕਰਵਾਏ – ਸਿਵਪਾਲ ਗੋਇਲ

0

ਪ੍ਰਾਇਮਰੀ ਸਕੂਲ ਬੱਚਿਆਂ ਨੇ ਵਿੱਦਿਅਕ ਮੁਕਾਬਲਿਆਂ ਵਿੱਚ ਕਲਾਂ ਦੇ ਜੌਹਰ ਦਿਖਾਏ

ਸੁਖਜਿੰਦਰ ਮਾਨ

ਬਠਿੰਡਾ , 2 ਸਤੰਬਰ : 75 ਵੇਂ ਆਜਾਦੀ ਦਿਵਸ ਅਮਿ੍ਰੰਤ ਮਹਾਂ ਉਤਸਵ ਨੂੰ ਸਮਰਪਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਪੱਧਰੀ ਵਿੱਦਿਅਕ ਮੁਕਾਬਲੇ ਸ਼ਿਵ  ਪਾਲ ਗੋਇਲ ਜਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ  ਅਨੁਸਾਰ ਮਨਦੀਪ ਸਿੰਘ ਜਿਲ੍ਹਾ ਨੋਡਲ ਅਫਸਰ ਦੀ ਅਗਵਾਈ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਧੋਬੀਆਣਾ ਨਗਰ ਬਠਿੰਡਾ ਵਿਖੇ ਆਨਲਾਈਨ ਮੁਕਾਬਲੇ ਕਰਵਾਏ ਗਏ। ਇਹਨਾਂ  ਮੁਕਾਬਲਿਆਂ ਵਿੱਚ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਪਹਿਲੇ ਅਤੇ ਦੂਜੇ ਸਥਾਨ ਤੇ ਆਏ ਬੱਚਿਆਂ ਨੇ ਭਾਗ ਲਿਆ। ਇਹਨਾਂ  ਮੁਕਾਬਲਿਆਂ ਵਿੱਚ ਸਲੋਗਨ, ਕੋਲਾਜ , ਲੇਖ ਰਚਨਾ, ਸੁੰਦਰ ਲਿਖਾਈ, ਪੇਟਿੰਗ, ਰੰਗੋਲੀ ,  ਕੋਰੀਓਗ੍ਰਾਫੀ  ਸਕਿੱਟ , ਗੀਤ, ਭਾਸ਼ਣ  ਕਵਿਤਾ ਆਦਿ ਦੇ ਮੁਕਾਬਲੇ ਧੋਬੀਆਣਾ ਸਕੂਲ ਬਠਿੰਡਾ ਵਿਖੇ ਕਰਵਾਏ ਗਏ। ਬਠਿੰਡਾ ਦੇ ਜਿਲ੍ਹਾ ਮੀਡੀਆ ਕੋਆਰਡੀਨੇਟਰ  ਸੁਖਪਾਲ ਸਿੰਘ ਸਿੱਧੂ ਅਤੇ ਬਲਵੀਰ  ਕਮਾਂਡੋ ਘੁੱਦਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਬਠਿੰਡਾ ਵਿਖੇ ਆਜ਼ਾਦੀ  ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਗਏ ਆਨਲਾਈਨ  ਰਾਜ ਪੱਧਰੀ ਵਿੱਦਿਅਕ ਮੁਕਾਬਲੇ ਬਹੁਤ ਹੀ ਵਧੀਆ ਢੰਗ ਨਾਲ਼ ਕਰਵਾਏ ਗਏ। ਇਨ੍ਹਾਂ ਰਾਜ ਪੱਧਰੀ ਵਿੱਦਿਅਕ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਕੰਟਰੋਲਰ ਦੇ ਤੌਰ ‘ਤੇ ਸ਼ਿਮਲਾ ਦੇਵੀ ਹੈੱਡ ਟੀਚਰ, ਜੁਗਰਾਜ ਸਿੰਘ ਹੈੱਡ ਟੀਚਰ, ਵਿਜੈ ਕੁਮਾਰ ਹੈੱਡ ਟੀਚਰ, ਜਤਿੰਦਰ ਸ਼ਰਮਾ  ਸਹਾਇਕ ਸਮਾਰਟ ਕੋਆਰਡੀਨੇਟਰ , ਰੁਪਿੰਦਰ ਕੌਰ, ਪਿ੍ਰਤਪਾਲ ਕੌਰ, ਜਸਵੀਰ ਕੌਰ ਲਹਿਰਾ ਮੁਹੱਬਤ, ਅਮਨਦੀਪ ਕੌਰ, ਪਰਮਿੰਦਰ ਕੌਰ ਆਦਰਸ ਸਕੂਲ, ਭੁਪਿੰਦਰ   ਸਿੰਘ,  ਬਲਜਿੰਦਰ ਸਿੰਘ, ਜਗਸੀਰ ਸਿੰਘ, ਮਨਿੰਦਰ ਕੌਰ, ਮਨਦੀਪ ਸਿੰਘ, ਸ਼ਿਵਕਾਂਤਾ, ਅਮਿਤ, ਸਤਨਾਮ ਸਿੰਘ ਅਤੇ ਨਰਿੰਦਰ ਸਿੰਘ , ਜਗਮੇਲ ਸਿੰਘ  ਵੱਲੋਂ ਵਿਸ਼ੇਸ਼  ਯੋਗਦਾਨ ਪਾਇਆ ਗਿਆ।

ਸੰਗਰੂਰ ਪੱਕੇ ਧਰਨੇ ਦੀ ਜੋਰਦਾਰ ਤਿਆਰੀ ‘ਚ ਜੁਟੇ ਬੇਜਮੀਨੇ-ਸਾਧਨਹੀਨ ਪੇਂਡੂ ਕਿਰਤੀ

ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ‘ਚ ਇਕੱਤਰ ਕੀਤੀ ਜਾ ਰਹੀ ਹੈ ਪਿੰਡਾਂ ‘ਚੋਂ ਰਸਦ ‘ਤੇ ਮਾਇਆ
ਸੁਖਜਿੰਦਰ ਮਾਨ
ਬਠਿੰਡਾ, 2 ਸਤੰਬਰ: ਆਉਣ ਵਾਲੀ 12 ਸਤੰਬਰ ਤੋਂ ਸੰਗਰੂਰ ਵਿਖੇ ਲੱਗਣ ਜਾ ਰਹੇ ਬੇਜਮੀਨੇ-ਸਾਧਨਹੀਨ ਪੇਂਡੂ ਕਿਰਤੀਆਂ ਦੇ ਦਿਨ-ਰਾਤ ਦੇ ਪੱਕੇ ਧਰਨੇ ਪ੍ਰਤੀ ਮਜ਼ਦੂਰਾਂ ‘ਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਹ ਧਰਨੇ ਦੀ ਲਾਮਿਸਾਲ ਕਾਮਯਾਬੀ ਲਈ ਪਰਿਵਾਰਾਂ ਸਮੇਤ ਦਿਨ-ਰਾਤ ਇਕ ਕਰ ਰਹੇ ਹਨ। ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਵਿਤ ਸਕੱਤਰ ਸਾਥੀ ਮਹੀਪਾਲ ਨੇ ਦੱਸਿਆ ਕਿ ਉਕਤ ਪੱਕਾ ਧਰਨਾ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਵਿਚਲੀ ਰਿਹਾਇਸ਼ ਮੂਹਰੇ ਪੰਜਾਬ ਦੇ ਸੱਤ ਮਜਦੂਰ ਸੰਗਠਨਾਂ ਵਲੋਂ ਗਠਿਤ ਕੀਤੇ ਗਏ ‘ਪੇਂਡੂ ਤੇ ਖੇਤ ਮਜਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ‘ ਦੇ ਸੱਦੇ ‘ਤੇ ਮਾਰਿਆ ਜਾ ਰਿਹਾ ਹੈ। ਉਨ੍ਹਾਂ ਅੱਗੋਂ ਦੱਸਿਆ ਕਿ ਦਿਹਾਤੀ ਮਜ਼ਦੂਰ ਸਭਾ ਦੀਆਂ ਚਾਰ ਟੀਮਾਂ ਜਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ, ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ, ਮੀਤ ਪ੍ਰਧਾਨ ਮੱਖਣ ਸਿੰਘ ਤਲਵੰਡੀ ਅਤੇ ਜਿਲ੍ਹਾ ਆਗੂ ਸੁਖਦੇਵ ਸਿੰਘ ਰਾਜਗੜ੍ਹ ਕੁੱਬੇ ਦੀ ਅਗਵਾਈ ਵਿੱਚ ਕ੍ਰਮਵਾਰ ਸੰਗਤ ਮੰਡੀ, ਨਥਾਣਾ, ਤਲਵੰਡੀ ਅਤੇ ਮੌੜ ਇਲਾਕਿਆਂ ਵਿੱਚੋਂ ਕਿਰਤੀ ਪ੍ਰੀਵਾਰਾਂ ‘ਚੋਂ ਰਸਦ ਤੇ ਮਾਇਆ ਇਕੱਤਰ ਕਰਨ ਦੇ ਨਾਲ-ਨਾਲ ਵਧੇਰੇ ਤੋਂ ਵਧੇਰੇ ਗਿਣਤੀ ‘ਚ ਬਾਲ-ਬੱਚਿਆਂ ਸਮੇਤ 12 ਸਤੰਬਰ ਨੂੰ ਸੰਗਰੂਰ ਪੁੱਜਣ ਦਾ ਸੱਦਾ ਦੇ ਰਹੀਆਂ ਹਨ। ਇਸੇ ਤਰ੍ਹਾਂ ਭਰਾਤਰੀ ਸੰਗਠਨ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਸੂਬਾਈ ਆਗੂ ਬੀਬੀ ਦਰਸ਼ਨਾ ਜੋਸ਼ੀ ਦੀ ਅਗਵਾਈ ਵਿੱਚ ਬੀਬੀਆਂ ਦੇ ਜੱਥੇ ਵੱਲੋਂ ਵੀ ਪੱਕੇ ਧਰਨੇ ਦੀ ਜਬਰਦਸਤ ਤਿਆਰੀ ਕੀਤੀ ਜਾ ਰਹੀ ਹੈ। ਉਪਰੋਕਤ ਪ੍ਰਮੁੱਖ ਆਗੂਆਂ ਦੇ ਨਾਲ ਇਲਾਕੇ ਦੇ ਆਗੂ ਦਰਸ਼ਨ ਸਿੰਘ ਬਾਜਕ, ਗੁਰਮੀਤ ਸਿੰਘ ਨੰਦਗੜ੍ਹ, ਮੱਖਣ ਸਿੰਘ ਪੂਹਲੀ, ਸ਼ੰਕਰ ਲਾਲ ਜੱਸੀ ਬਾਗ ਵਾਲੀ ਵੀ ਡਟੇ ਹੋਏ ਹਨ। ਸਾਥੀ ਮਹੀਪਾਲ ਨੇ ਦਸਿਆ ਕਿ ਜੇ ਪੰਜਾਬ ਸਰਕਾਰ ਨੇ ਮਜ਼ਦੂਰ ਮੰਗਾਂ ਪ੍ਰਤੀ ਇਸੇ ਤਰ੍ਹਾਂ ਮੁਜਰਮਾਨਾ ਚੁਪ ਵੱਟੀ ਰੱਖੀ ਤਾਂ ਸਾਂਝਾਂ ਮਜ਼ਦੂਰ ਮੋਰਚੇ ਵਲੋਂ ਹੋਰ ਵੀ ਤਿੱਖਾ ਸੰਘਰਸ਼ ਛੇੜਿਆ ਜਾਵੇਗਾ।

ਸੁਖਬੀਰ ਸਿੰਘ ਬਾਦਲ ਨੇ ਕੀਤਾ ਅਕਾਲੀ ਦਲ ’ਚ ਵੱਡੇ ਬਦਲਾਅ ਦਾ ਐਲਾਨ

0

ਇੱਕ ਪ੍ਰਵਾਰ ਇੱਕ ਟਿਕਟ,ਜ਼ਿਲ੍ਹਾ ਪ੍ਰਧਾਨ ਨਹੀਂ ਲੜਨਗੇ ਚੋਣਾਂ
ਲਗਾਤਰ ਦਸ ਸਾਲ ਤੋਂ ਵੱਧ ਨਹੀਂ ਰਹਿ ਸਕੇਗਾ ਕੋਈ ਪ੍ਰਧਾਨ
ਮੰਤਰੀ ਤੇ ਵਿਧਾਇਕਾਂ ਦੇ ਪ੍ਰਵਾਰਾਂ ਨੂੰ ਨਹੀਂ ਮਿਲਣਗੀਆਂ ਚੇਅਰਮੈਨੀਆਂ
ਨਵੇਂ ਜਥੇਬੰਦਕ ਢਾਂਚੇ ਦੀ ਚੋਣ ਲੋਕਤੰਤਰੀ ਢੰਗ ਨਾਲ ਕੀਤੀ ਜਾਵੇਗੀ
50 ਫੀਸਦੀ ਸੀਟਾਂ 50 ਸਾਲ ਤੋਂ ਘੱਟ ਉਮਰ ਦੇ ਪਾਰਟੀ ਵਰਕਰਾਂ ਲਈ ਹੋਣਗੀਆਂ ਰਾਖਵੀਂਆਂ
ਸੁਖਜਿੰਦਰ ਮਾਨ
ਚੰਡੀਗੜ੍ਹ, 2 ਸਤੰਬਰ : ਲਗਾਤਾਰ ਹਾਰਾਂ ਦਾ ਮੂੰਹ ਦੇਖ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ’ਚ ਵੱਡੇ ਬਦਲਾਅ ਕਰਨ ਦਾ ਐਲਾਨ ਕੀਤਾ ਹੈ। ਝੂੰਦਾ ਕਮੇਟੀ ਦੀਆਂ ਸਿਫ਼ਾਰਿਸ਼ਾਂ ਨੂੰ ਅਸਿੱਧੇ ਢੰਗ ਨਾਲ ਲਾਗੂ ਕਰਦਿਆਂ ਇਹ ਫੈਸਲਾ ਕੀਤਾ ਗਿਆ ਹੈ ਕਿ ‘‘ ਹੁਣ ਲਗਾਤਾਰ ਕੋਈ ਵੀ ਇੱਕ ਵਿਅਕਤੀ ਦਸ ਸਾਲ ਤੋਂ ਵੱਧ ਪ੍ਰਧਾਨ ਨਹੀਂ ਰਹਿ ਸਕੇਗਾ ਤੇ ਨਾਲ ਹੀ ਇੱਕ ਪ੍ਰਵਾਰ, ਇੱਕ ਟਿਕਟ ਫ਼ਾਰਮੂਲੇ ਨੂੰ ਪੱਕੇ ਤੌਰ ’ਤੇ ਲਾਗੂ ਕੀਤਾ ਜਾਵੇਗਾ। ’’ ਅੱਜ ਇੱਥੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ’ਚ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ, ਮਹਿਲਾਵਾਂ ਤੇ ਸਮਾਜ ਦੇ ਹੋਰ ਵਰਗਾਂ ਨੁੰ ਪਾਰਟੀ ਵਿਚ ਵੱਧ ਥਾਂ ਦੇਣ ਦੇ ਇਰਾਦੇ ਨਾਲ ਪਾਰਟੀ ਜਥੇਬੰਦਕ ਢਾਂਚੇ ਵਿਚ ਨਿਵੇਕਲੀਆਂ ਤੇ ਅਹਿਮ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਤੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ ਨਵੀਂ ਬਣਾਈ ਕੇਂਦਰੀ ਚੋਣ ਕਮੇਟੀ ਦੀ ਨਿਗਰਾਨੀ ਹੇਠ ਚੋਣ ਪ੍ਰਣਾਲੀ ਰਾਹੀਂ ਕੀਤੀ ਜਾਵੇਗੀ।
ਉਹਨਾਂ ਨੇ ਪਾਰਟੀ ਵਿਚ ਕੀਤੀਆਂ ਗਈਆਂ ਤਬਦੀਲੀਆਂ ਦੀ ਜਾਣਕਾਰੀ ਦਿੰਦਿਆਂ ਐਲਾਨ ਕੀਤਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ 50 ਫੀਸਦੀ ਸੀਟਾਂ ਉਹਨਾਂ ਪਾਰਟੀ ਵਰਕਰਾਂ ਲਈ ਰਾਖਵੀਂਆਂ ਹੋਣਗੀਆਂ ਜਿਹਨਾਂ ਦੀ ਉਮਰ 50 ਸਾਲ ਤੋਂ ਘੱਟ ਹੈ ਤੇ ਇਸ ਤਰੀਕੇ ਨਵੀਂ ਪੀੜੀ ਦੇ ਆਗੂ ਤਿਆਰ ਕੀਤੇ ਜਾਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਤਬਦੀਲੀਆਂ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉਚ ਕਮੇਟੀ ਯਾਨੀ ਕੋਰ ਕਮੇਟੀ ਵਿਚ ਵੀ ਲਾਗੂ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਜਾਵੇਗਾ ਅਤੇ ਇਸ ਵਿਚ ਨੌਜਵਾਨਾਂ, ਮਹਿਲਾਵਾਂ ਤੇ ਸਮਾਜ ਦੇ ਹੋਰ ਵਰਗਾਂ ਦੇ ਨਵੀਂ ਪੀੜੀ ਦੇ ਪ੍ਰਤੀਨਿਧਾਂ ਨੂੰ ਸ਼ਾਮਲ ਕੀਤਾ ਜਾਵੇਗਾ।ਉਹਨਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਹੁਣ ਤੋਂ ਇਕ ਪਰਿਵਾਰ ਇਕ ਟਿਕਟ ਦਾ ਸਿਧਾਂਤ ਲਾਗੂ ਕਰੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਰਕਾਰ ਬਣਨ ’ਤੇ ਜ਼ਿਲ੍ਹਾ ਤੇ ਸੂਬਾ ਪੱਧਰੀ ਚੇਅਰਮੈਨੀਆਂ ਪਾਰਟੀ ਵਰਕਰਾਂ ਨੂੰ ਦਿੱਤੀਆਂ ਜਾਣਗੀਆਂ ਅਤੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਇਹਨਾਂ ਅਹੁਦਿਆਂ ਵਾਸਤੇ ਵਿਚਾਰੇ ਨਹੀਂ ਜਾਣਗੇ। ਉਹਨਾਂ ਕਿਹਾ ਕਿ ਹੁਣ ਤੋਂ ਜ਼ਿਲ੍ਹਾ ਪ੍ਰਧਾਨ ਚੋਣਾਂ ਨਹੀਂ ਲੜਨਗੇ।
ਸ: ਬਾਦਲ ਨੇ ਦੱਸਿਆ ਕਿ ਇਹ ਫੈਸਲੇ ਪਾਰਟੀ ਦੇ ਆਗੂਆਂ, ਵਰਕਰਾਂ, ਬੁੱਧੀਜੀਵੀਆਂ ਤੇ ਪਾਰਟੀ ਦੇ ਸ਼ੁਭਚਿੰਤਕਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਏ ਗਏ ਹਨ। ਉਹਨਾਂ ਕਿਹਾ ਕਿ ਨਵੇਂ ਜਥੇਬੰਦਕ ਢਾਂਚੇ ਲਈ ਚੋਣਾਂ 30 ਨਵੰਬਰ ਤੱਕ ਕੇਂਦਰੀ ਚੋਣ ਕਮੇਟੀ ਦੀ ਨਿਗਰਾਨੀ ਹੇਠ ਮੁਕੰਮਲ ਹੋ ਜਾਣਗੀਆਂ। ਉਹਨਾਂ ਕਿਹਾ ਕਿ ਸੂਬੇ ਦੇ ਸਾਰੇ ਹਲਕਿਆਂ ਵਿਚ 117 ਚੋਣ ਆਬਜ਼ਰਵਰ ਨਿਯੁਕਤ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਾਡਾ ਧਿਆਨ ਬੂਥ ਕਮੇਟੀਆਂ ’ਤੇ ਰਹੇਗਾ ਜੋ ਬੂਥ ਪ੍ਰਧਾਨ ਦੀ ਚੋਣ ਕਰਨਗੀਆਂ। ਬੂਥ ਪ੍ਰਧਾਨ ਅੱਗੇ ਸਰਕਲ ਪ੍ਰਧਾਨਾਂ ਦੀ ਚੋਣ ਕਰਨਗੇ ਤੇ ਸਰਕਲ ਪ੍ਰਧਾਨ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕਰਨਗੇ। ਇਸੇ ਤਰ੍ਹਾਂ ਯੂਥ ਅਕਾਲੀ ਦਲ ਅਤੇ ਵਿਦਿਆਰਥੀ ਵਿੰਗ ਐਸ ਓ ਆਈ ਦਾ ਪੁਨਰਗਠਨ ਕੀਤਾ ਜਾਵੇਗਾ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਵੀ ਸੁਰਜੀਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਮੈਂਬਰਾਂ ਲਈ ਉਮਰ ਹੱਦ 35 ਸਾਲ ਹੋਵੇਗੀ ਤੇ ਪ੍ਰਧਾਨ ਲਈ 5 ਸਾਲ ਦੀ ਛੋਟ ਹੋਵੇੀਗ। ਉਹਨਾਂ ਕਿਹਾ ਕਿ ਇਸੇ ਤਰੀਕੇ ਐਸ ਓ ਆਈ ਤੇ ਫੈਡਰੇਸ਼ਨ ਮੈਂਬਰਾਂ ਲਈ ਉਮਰ ਹੱਦ 30 ਸਾਲ ਹੋਵੇਗੀ ਤੇ ਸਿਰਫ ਵਿਦਿਆਰਥੀ ਹੀ ਇਹਨਾਂ ਸੰਗਠਨਾਂ ਵਿਚ ਭਰਤੀ ਕੀਤੇ ਜਾਣਗੇ।
ਇਸਤੋਂ ਇਲਾਵਾ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਨੂੰ ਪਾਰਟੀ ਵਿਚ ਹਰ ਪੱਧਰ ’ਤੇ ਬਣਦੀ ਪ੍ਰਤੀਨਿਧਤਾ ਦਿੱਤੀ ਜਾਵੇਗੀ। ਉਹਨਾਂ ਬੁੱਧੀਜੀਵੀਆਂ ਤੇ ਸਮਾਜ ਵੱਖ ਵੱਖ ਵਰਗਾਂ ਤੋਂ ਸਿਆਣੇ ਲੋਕਾਂ ਦੀ ਸ਼ਮੂਲੀਅਤ ਵਾਲੇ ਇਕ ਸਲਾਹਕਾਰੀ ਬੋਰਡ ਦੇ ਗਠਨ ਦਾ ਵੀ ਐਲਾਨ ਕੀਤਾ ਜੋ ਪਾਰਟੀ ਪ੍ਰਧਾਨ ਨੂੰ ਅਹਿਮ ਮਾਮਲਿਆਂ ’ਤੇ ਸਲਾਹ ਮਸ਼ਵਰਾ ਦੇਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਵਿਚ ਹੁਣ ਤੋਂ ਸਾਰੇ ਸਿੱਖ ਅਹੁਦੇਦਾਰ ਸਾਬਤ ਸੂਰਤ ਹੋਣਗੇ ਤੇ ਐਲਾਨ ਕੀਤਾ ਕਿ ਪਾਰਟੀ ਪ੍ਰਧਾਨ ਸਿਰਫ ਦੋ ਵਾਰ ਪੰਜ ਪੰਜ ਸਾਲ ਲਈ ਪ੍ਰਧਾਨ ਰਹਿ ਸਕੇਗਾ ਤੇ ਇਸ ਤੋਂ ਬਾਅਦ 5 ਸਾਲ ਦੀ ਬ੍ਰੇਕ ਲੈਣੀ ਲਾਜ਼ਮੀ ਹੋਵੇਗੀ। ਉਹਨਾਂ ਐਲਾਨ ਕੀਤਾ ਕਿ ਇਸ ਨਾਲ ਪਾਰਟੀ ਵਿਚ ਸਿਖਰਲੇ ਪੱਧਰ ’ਤੇ ਨਵੇਂ ਚੇਹਰੇ ਸ਼ਾਮਲ ਹੋ ਸਕਣਗੇ।ਨਵੀਂਆਂ ਤਬਦੀਲੀਆਂ ਵਿਚ ਸੰਸਦੀ ਬੋਰਡ ਦਾ ਗਠਨ ਵੀ ਸ਼ਾਮਲ ਹੈ ਜੋ ਹੁਨਰਮੰਦ ਵਿਅਕਤੀਆਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਅਤੇ ਵਿਧਾਨ ਸਭਾ ਚੋਣਾਂ ਲਈ ਸਰਵੋਤਮ ਉਮੀਦਵਾਰਾਂ ਦੀ ਚੋਣ ਲਈ ਤੌਰ ਤਰੀਕੇ ਸੁਝਾਵੇਗਾ। ਉਹਨਾਂ ਕਿਹਾ ਕਿ ਸਰਦਾਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲਾ ਅਨੁਸ਼ਾਸਨੀ ਬੋਰਡ ਪਹਿਲਾਂ ਹੀ ਗਠਿਤ ਕੀਤਾ ਜਾ ਚੁੱਕਾ ਹੈ ਅਤੇ ਉਹਨਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਤਭੇਦਾਂ ਦੀ ਗੱਲ ਪਾਰਟੀ ਫੋਰਮਾਂ ’ਤੇ ਰੱਖਣ ਅਤੇ ਮੀਡੀਆ ਵਿਚ ਨਾ ਜਾਣ।ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਸ੍ਰੀ ਹਰਚਰਨ ਬੈਂਸ ਅਤੇ ਗੁਰਿੰਦਰ ਸਿੰਘ ਗੋਗੀ ਵੀ ਹਾਜ਼ਰ ਸਨ।

ਬੀ.ਐਫ.ਜੀ.ਆਈ. ਵਿਖੇ 8 ਰੋਜ਼ਾ ਐਨ.ਸੀ.ਸੀ. ਸਾਲਾਨਾ ਟਰੇਨਿੰਗ ਕੈਂਪ ਸ਼ੁਰੂ

0

ਸੁਖਜਿੰਦਰ ਮਾਨ
ਬਠਿੰਡਾ, 2 ਸਤੰਬਰ : ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਵਿਖੇ 20 ਪੰਜਾਬ ਬਟਾਲੀਅਨ ਐਨ.ਸੀ.ਸੀ. ਬਠਿੰਡਾ ਵੱਲੋਂ 8 ਦਿਨਾਂ ਦਾ ਐਨ.ਸੀ.ਸੀ. ਸਾਲਾਨਾ ਟਰੇਨਿੰਗ ਕੈਂਪ (ਏ.ਟੀ.ਸੀ.-116) ਆਯੋਜਿਤ ਕੀਤਾ ਗਿਆ ਹੈ। । ਇਹ ਕੈਂਪ 31 ਅਗਸਤ ਤੋਂ 7 ਸਤੰਬਰ ਤੱਕ ਚੱਲੇਗਾ ਜਿਸ ਵਿੱਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਤੋਂ 500 ਕੈਡਟ ਭਾਗ ਲੈ ਰਹੇ ਹਨ। ਇਸ ਕੈਂਪ ਦਾ ਉਦਘਾਟਨ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਕੇ.ਐਸ. ਮਾਥੁਰ ਨੇ ਕੀਤਾ। ਉਨ੍ਹਾਂ ਨੇ ਇਸ ਕੈਂਪ ਦੌਰਾਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਇਸ ਦੇ ਮਿਆਰੀ ਸੰਚਾਲਨ ਵਿਧੀ ਬਾਰੇ ਦੱਸਿਆ। ਉਨ੍ਹਾਂ ਨੇ ਕੈਂਪ ਦੀ ਸਿਖਲਾਈ ਸਮਾਂ ਸਾਰਨੀ ਵੀ ਜਾਰੀ ਕੀਤੀ। ਉਨ੍ਹਾਂ ਨੇ ਅਜਿਹੇ ਕੈਂਪ ਲਗਾਉਣ ਦੇ ਮੰਤਵ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਕਮਾਂਡਿੰਗ ਅਫ਼ਸਰ ਨੇ ਐਨ.ਸੀ.ਸੀ. ਕੈਡਟਾਂ ਨੂੰ ਰੈਜੀਮੈਂਟਲ ਜੀਵਨ ਢੰਗ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਤਾਂ ਜੋ ਉਹ ਇਸ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਲਈ ਪ੍ਰੇਰਿਤ ਹੋ ਸਕਣ । ਡਿਪਟੀ ਕੈਂਪ ਕਮਾਂਡੋ ਕਰਨਲ ਅਜੈ ਕੁਮਾਰ ਨੇ ਕੈਡਟਾਂ ਨੂੰ ਰੋਜ਼ਾਨਾ ਦੀਆਂ ਗਤੀਵਿਧੀਆਂ ਵਿੱਚ ਅਨੁਸ਼ਾਸਨ ਬਣਾਈ ਰੱਖਣ ਬਾਰੇ ਹਿਦਾਇਤਾਂ ਦਿੱਤੀਆਂ । ਉਨ੍ਹਾਂ ਨੇ ਇਸ ਕੈਂਪ ਵਿੱਚ ਕਰਵਾਏ ਜਾ ਰਹੇ ਮੁਕਾਬਲਿਆਂ ਜਿਵੇਂ ਖੇਡਾਂ, ਸਭਿਆਚਾਰਕ ਤੋਂ ਇਲਾਵਾ ਹਥਿਆਰ ਅਤੇ ਲਿਖਤੀ ਟੈੱਸਟ ਆਦਿ ਬਾਰੇ ਵੀ ਜਾਣਕਾਰੀ ਦਿੱਤੀ । ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ (ਬੀ.ਐਫ.ਸੀ.ਈ.ਟੀ.) ਦੀ ਪਿ੍ਰੰਸੀਪਲ ਡਾ. ਜਯੋਤੀ ਬਾਂਸਲ ਨੇ ਕਮਾਂਡਿੰਗ ਅਫ਼ਸਰ ਕਰਨਲ ਕੇ.ਐਸ. ਮਾਥੁਰ ਅਤੇ 20 ਪੰਜਾਬ ਬਟਾਲੀਅਨ ਐਨ.ਸੀ.ਸੀ. ਬਠਿੰਡਾ ਦੇ ਅਫ਼ਸਰਾਂ ਦਾ ਨਿੱਘਾ ਸਵਾਗਤ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਕੈਂਪ ਵਿੱਚ ਭਾਗ ਲੈ ਰਹੇ ਸਾਰੇ ਭਾਗੀਦਾਰਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ, ਚੀਮਾ ਅਤੇ ਮੀਤ ਹੇਅਰ ਵੱਲੋਂ ਕਾਲਜਾਂ ਦੀਆਂ ਗੈਸਟ ਫੈਕਲਟੀ ਯੂਨੀਅਨਾਂ ਨੂੰ ਭਰੋਸਾ

0

ਪੰਜਾਬੀ ਖ਼ਬਰਸਾਰ ਬਿਉਰੋ

ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀਆਂ ਅਸਪਸ਼ਟ ਨੀਤੀਆਂ ਦੇ ਨਤੀਜੇ ਭੁਗਤ ਰਹੇ ਨੌਜਵਾਨਾਂ ਨੂੰ ਹਰ ਸੰਭਵ ਰਾਹਤ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੇ ਮੱਦੇਨਜ਼ਰ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਵਜੋਂ ਕੰਮ ਕਰ ਰਹੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ।ਇੱਥੇ ਵਿੱਤ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੀ ਸਰਕਾਰ ਦੀ ਪੁਰਜ਼ੋਰ ਇੱਛਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਕੋਈ ਵੀ ਸਰਕਾਰ ਬਿਨਾਂ ਇਹ ਉਡੀਕ ਕੀਤਿਆਂ ਕਿ ਮੁਲਾਜ਼ਮ ਜਥੇਬੰਦੀਆਂ ਹੜਤਾਲ ਜਾਂ ਵਿਰੋਧ ਕਰਨ, ਉਨ੍ਹਾਂ ਨੂੰ ਮਸਲਿਆਂ ਦੇ ਹੱਲ ਲਈ ਸੱਦਾ ਦੇ ਰਹੀ ਹੈ।

ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਤਨਖ਼ਾਹ ਦੇ ਮੁੱਦੇ ‘ਤੇ ਚਰਚਾ ਕਰਦਿਆਂ ਦੋਵਾਂ ਮੰਤਰੀਆਂ ਨੇ ਕਾਲਜ ਟੀਚਰ ਯੂਨੀਅਨਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਅਜਿਹਾ ਰਾਹ ਅਪਣਾਇਆ ਜਾ ਸਕੇ ਜਿਸ ਨੂੰ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ।  ਉਚੇਰੀ ਸਿੱਖਿਆ ਮੰਤਰੀ ਵੱਲੋਂ ਇਨ੍ਹਾਂ ਅਧਿਆਪਕਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸ਼ੰਸਾ ‘ਤੇ ਵਿੱਤ ਮੰਤਰੀ ਨੇ ਕਿਹਾ ਕਿ ਵਿੱਤ ਵਿਭਾਗ ਸੂਬੇ ਦੇ ਔਖੇ ਵਿੱਤੀ ਦੌਰ ਦਾ ਸਾਹਮਣਾ ਕਰਨ ਦੇ ਬਾਵਜੂਦ ਹਰ ਸੰਭਵ ਹੱਲ ਲਈ ਯਤਨਸ਼ੀਲ ਹੈ।ਸ. ਚੀਮਾ ਨੇ ਯੂਨੀਅਨ ਆਗੂਆਂ ਨੂੰ ਅਪੀਲ ਕੀਤੀ ਕਿ ਜਿੱਥੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ, ਉੱਥੇ ਯੂਨੀਅਨ ਆਗੂਆਂ ਨੂੰ ਵੀ ਆਪਣੇ ਸਾਥੀ ਅਧਿਆਪਕਾਂ ਨਾਲ ਆਪਸੀ ਸਹਿਮਤੀ ਬਣਾ ਕੇ ਹੱਲ ਸੁਝਾ ਕੇ ਸਰਕਾਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਜਸਪ੍ਰੀਤ ਤਲਵਾੜ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ, ਡੀਪੀਆਈ ਕਾਲਜ ਰਾਜੀਵ ਗੁਪਤਾ ਵੀ ਹਾਜ਼ਰ ਸਨ।

ਬਲਾਕ ਪੱਧਰੀ ਟੂਰਨਾਮੈਂਟ ਦੇ ਉਤਸ਼ਾਹ ਨੇ ਪੰਜਾਬ ਦੀ ਖੇਡਾਂ ਵਿੱਚ ਮੁੜ ਸਰਦਾਰੀ ਦੀ ਆਸ ਜਗਾਈ: ਮੀਤ ਹੇਅਰ

0

ਖੇਡ ਮੰਤਰੀ ਨੇ ਖਰੜ ਬਲਾਕ ਦੇ ਭਾਗੋਮਾਜਰਾ ਵਿਖੇ ਹੋ ਰਹੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਦਿੱਤੀ ਹੱਲਾਸ਼ੇਰੀ
ਪੰਜਾਬੀ ਖ਼ਬਰਸਾਰ ਬਿਉਰੋ
ਭਾਗੋਮਾਜਰਾ (ਖਰੜ), 2 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦੇ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆਂ ਸੂਬੇ ਵਿੱਚ ਖੇਡ ਮੁੜ ਮਾਹੌਲ ਸਿਰਜਿਆ ਜਾਣ ਲੱਗਾ ਹੈ।ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਫਿਜ਼ੀਕਲ ਐਜੂਕੇਸ਼ਨ ਕਾਲਜ ਭਾਗੋਮਾਜਰਾ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲੇ ਦੇ ਬਲਾਕ ਖਰੜ ਦੇ ਕਰਵਾਏ ਜਾ ਰਹੇ ਮੁਕਾਬਲਿਆਂ ਵਿੱਚ ਸ਼ਿਰਕਤ ਕਰਦਿਆਂ ਦੌਰਾਨ ਕਹੀ। ਭਾਗੋਮਾਜਰਾ ਵਿਖੇ ਅਥਲੈਟਿਕਸ, ਫੁੱਟਬਾਲ, ਵਾਲੀਬਾਲ, ਖੋ-ਖੋ, ਕਬੱਡੀ ਤੇ ਰੱਸਾਕਸ਼ੀ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ 2000 ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ।ਪੰਜਾਬ ਦੇ ਸਾਰੇ ਬਲਾਕਾਂ ਵਿੱਚ ਇਹੋ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਮੀਤ ਹੇਅਰ ਨੇ ਕਿਹਾ ਕਿ ਇਨ੍ਹਾਂ ਖੇਡਾਂ ਦਾ ਮਕਸਦ ਹੀ ਹਰ ਖੇਡ ਵਿੱਚ ਹੇਠਲੇ ਪੱਧਰ ਤੋਂ ਖਿਡਾਰੀਆਂ ਦੀ ਸ਼ਨਾਖ਼ਤ ਕਰਕੇ ਫੇਰ ਅੱਗੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਕੁੱਲ ਛੇ ਉਮਰ ਗਰੁੱਪਾਂ ਵਿੱਚ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਪਹਿਲੀ ਤੋਂ 7 ਸਤੰਬਰ ਤੱਕ ਛੇ ਖੇਡਾਂ ਦੇ ਮੁਕਾਬਲੇ ਚੱਲ ਰਹੇ ਜਿਨ੍ਹਾਂ ਦੇ ਜੇਤੂ ਅਗਾਂਹ ਜ਼ਿਲਾ ਪੱਧਰ ਉੱਤੇ ਖੇਡਣਗੇ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦਿਆਂ ਖੇਡ ਵਿਭਾਗ ਨੇ ਬਾਕੀ 22 ਖੇਡਾਂ ਵਿੱਚ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾ ਦਿੱਤੀ ਗਈ ਹੈ। 22 ਖੇਡਾਂ ਵਿੱਚ ਜ਼ਿਲਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ 28 ਖੇਡਾਂ ਵਿੱਚ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ।ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ, ਐਸ.ਡੀ.ਐਮ. ਖਰੜ ਰਵਿੰਦਰ ਕੁਮਾਰ, ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਤੇ ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਫਿਜ਼ੀਕਲ ਐਜੂਕੇਸ਼ਨ ਕਾਲਜ ਭਾਗੋਮਾਜਰਾ ਦੇ ਪ੍ਰਿੰਸੀਪਲ ਦਲਬਾਰਾ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਈ.ਐਨ.ਏ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

0

ਆਬਕਾਰੀ ਵਿਭਾਗ ਤੇ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਵੱਲੋਂ 35000 ਲੀਟਰ ਈ.ਐਨ.ਏ ਬਰਾਮਦ
ਵਿੱਤ ਮੰਤਰੀ ਵੱਲੋਂ ਮੰਗਲਵਾਰ ਨੂੰ ਆਬਕਾਰੀ ਵਿਭਾਗ ਨੂੰ ਈ.ਐਨ.ਏ ਦੇ ਗੈਰ-ਕਾਨੂੰਨੀ ਧੰਦੇ ਖਿਲਾਫ ਰਾਜ ਵਿਆਪੀ ਮੁਹਿੰਮ ਚਲਾਉਣ ਦੇ ਦਿੱਤੇ ਸਨ ਨਿਰਦੇਸ਼
ਚੀਮਾ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਸਤੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ.) ਦੇ ਨਜਾਇਜ਼ ਧੰਦੇ ਵਿਰੁੱਧ ਰਾਜ ਵਿਆਪੀ ਮੁਹਿੰਮ ਸ਼ੁਰੂ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪਟਿਆਲਾ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ) ਦੀ ਤਸਕਰੀ ਅਤੇ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਤੋਂ 35000 ਲੀਟਰ ਈਐਨਏ ਭਰਿਆ ਇੱਕ ਟੈਂਕਰ ਜ਼ਬਤ ਕੀਤਾ ਗਿਆ।ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਪਤੀ ਉਪਰੰਤ ਆਬਕਾਰੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਮਾਮਲੇ ਨਾਲ ਸਬੰਧਤ ਸਾਰੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਤਾਂ ਜੋ ਈਐਨਏ ਦੇ ਸਪਲਾਇਰਾਂ ਅਤੇ ਪ੍ਰਾਪਤਕਰਤਾਵਾਂ ਦਾ ਮੁਕੰਮਲ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਜਾਂ ਆਬਕਾਰੀ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਭਾਗ ਦੀ ਬੀਤੇ ਮੰਗਲਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪਟਿਆਲਾ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕਰਕੇ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਗਿਆ ਸੀ। ਇਨ੍ਹਾਂ ਟੀਮਾਂ ਨੇ ਬੀਤੇ ਦਿਨ ਇਹ ਸੂਚਨਾ ਮਿਲਣ ‘ਤੇ ਕਿ ਇੱਕ ਸੰਗਠਿਤ ਗਿਰੋਹ ਈ.ਐਨ.ਏ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਵਿੱਚ ਸ਼ਾਮਲ ਹੈ, ਤੇ ਕਾਰਵਾਈ ਕਰਦਿਆਂ ਲਗਭਗ 35000 ਲੀਟਰ ਈਐਨਏ ਜਿਸ ਦੀ ਕੀਮਤ ਲਗਭਗ 3.5 ਕਰੋੜ ਰੁਪਏ ਬਣਦੀ ਹੈ, ਲੈ ਕੇ ਜਾ ਰਹੇ ਇੱਕ ਟੈਂਕਰ ਨੂੰ ਜ਼ਬਤ ਕੀਤਾ।
ਇਸ ਅਪ੍ਰੇਸ਼ਨ ਬਾਰੇ ਹੋਰ ਖੁਲਾਸਾ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਟੀਮਾਂ ਨੇ ਦੇਖਿਆ ਕਿ ਇੱਕ ਟੈਂਕਰ ਨੇ ਰਾਜਪੁਰਾ ਪਹੁੰਚਣ ਤੋਂ ਬਾਅਦ ਆਪਣਾ ਰੂਟ ਮੋੜ ਕੇ ਰਾਜਪੁਰਾ-ਚੰਡੀਗੜ੍ਹ ਰੋਡ ਵੱਲ ਕਰ ਲਿਆ। ਟੀਮਾਂ ਨੇ ਬਨੂੜ ਨੇੜੇ ਟੈਂਕਰ ਨੂੰ ਰੋਕਣ ਤੇ ਪਾਇਆ ਕਿ ਟੈਂਕਰ ਦਾ ਟਰਾਂਸਪੋਰਟਰ ਉਹ ਈਐਨਏ ਜੋ ਕਿ ਗੋਆ ਰਾਜ ਵਿੱਚ ਲਿਜਾਣ ਲਈ ਸੀ, ਵਿੱਚੋਂ ਕੁਝ ਈ.ਐਨ.ਏ ਰਾਜਪੁਰਾ ਵਿਖੇ ਚੋਰੀ ਵੇਚਦਾ ਸੀ ਅਤੇ ਬਾਕੀ ਦੀ ਖੇਪ ਇੱਕ ਵਿਚੋਲੇ ਰਾਹੀਂ, ਜੋ ਕਿ ਪਹਿਲਾਂ ਚੰਡੀਗੜ੍ਹ ਵਿਖੇ ਸ਼ਰਾਬ ਦਾ ਠੇਕੇਦਾਰ ਸੀ, ਰਾਹੀਂ ਚੰਡੀਗੜ੍ਹ ਦੇ ਬੌਟਲਿੰਗ ਪਲਾਂਟਾਂ ਨੂੰ ਵੇਚਦਾ ਸੀ। ਬੁਲਾਰੇ ਨੇ ਦੱਸਿਆ ਕਿ 2000 ਲੀਟਰ ਈਐਨਏ ਦੀ ਖੇਪ ਜੋ ਕਿ 22 ਅਗਸਤ ਨੂੰ ਖੰਨਾ ਵਿਖੇ ਜ਼ਬਤ ਕੀਤੀ ਗਈ ਸੀ, ਇਸੇ ਗਿਰੋਹ ਵੱਲੋਂ ਹੀ ਅੰਮ੍ਰਿਤਸਰ ਦੀ ਇੱਕ ਪਾਰਟੀ ਨੂੰ ਵੇਚੀ ਗਈ ਸੀ ਜੋ ਕਿ ਅੱਗੇ ਇਸ ਤੋਂ ਨਾਜਾਇਜ਼ ਸ਼ਰਾਬ ਤਿਆਰ ਕਰਦੀ ਸੀ। ਇਹ ਗਿਰੋਹ ਪੰਜਾਬ ਵਿੱਚ ਹੋਰ ਵੀ ਕਈ ਗੈਰ-ਸਮਾਜੀ ਤੱਤਾਂ ਨੂੰ ਚੋਰੀ ਈ.ਐਨ.ਏ. ਵੇਚਣ ਵਿੱਚ ਸ਼ਾਮਿਲ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਟਰਾਂਸਪੋਰਟਰ ਜਵਾਹਰ ਸਿੰਘ, ਉਸਦੇ ਸਾਥੀ ਸੰਜੀਵ ਕੁਮਾਰ, ਨਿਸ਼ਾਂਤ, ਵਰਿੰਦਰ ਚੌਹਾਨ ਅਤੇ ਗੁਰਚਰਨ ਸਿੰਘ ਖਿਲਾਫ ਪਟਿਆਲਾ ਜ਼ਿਲੇ ਦੇ ਬਨੂੜ ਪੁਲਸ ਸਟੇਸ਼ਨ ‘ਚ ਐੱਫ.ਆਈ.ਆਰ. ਦਰ਼ਜ਼ ਕਰ ਲਈ ਗਈ ਹੈ।ਇਸ ਦੌਰਾਨ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਭਰ ਵਿੱਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਚੌਕਸੀ ਤੇਜ਼ ਕਰ ਦਿੱਤੀ ਗਈ ਹੈ ਅਤੇ ਅੰਤਰਰਾਜੀ ਸਰਹੱਦਾਂ ਅਤੇ ਤਸਕਰੀ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਗਸ਼ਤ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨਾਲ ਕੀਤੀ ਮੁਲਾਕਾਤ

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਨੀਤੀ ਆਯੋਗ ਦੇ ਸਹਿਯੋਗ ਦੀ ਕੀਤੀ ਮੰਗ
ਨੀਤੀ ਆਯੋਗ ਨਾਲ ਰਾਬਤੇ ਲਈ ਖੇਤੀਬਾੜੀ ਤੇ ਪੇਂਡੂ ਵਿਕਾਸ ਵਿਭਾਗ ਵਲੋਂ ਆਈ.ਐਸ.ਅਫਸਰ ਨੋਡਲ ਅਫਸਰ ਵਜੋਂ ਲਾਏ ਜਾਣਗੇ
ਖੇਤੀਬਾੜੀ ਅਤੇ ਪੇਂਡੂ ਵਿਕਾਸ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ‘ਤੇ ਪਹੁੰਚਾਉਣ ਲਈ ਨੀਤੀ ਆਯੋਗ ਵਲੋਂ ਪੰਜਾਬ ਆ ਕੇ ਜਲਦ ਮੀਟਿੰਗ ਕੀਤੀ ਜਾਵੇਗੀ
ਸੂਬਿਆਂ ਦੀ ਅਫਸਸ਼ਾਹੀ ਨੂੰ ਕੇਂਦਰੀ ਸਕੀਮਾਂ ਦਾ ਲਾਭ ਲੈਣ ਲਈ ਜਵਾਬਦੇਹ ਬਣਾਇਆ ਜਾਵੇ: ਪ੍ਰੋ. ਰਮੇਸ਼ ਚੰਦ ਮੈਂਬਰ ਨੀਤੀ ਆਯੋਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਅਗਸਤ: ਪੰਜਾਬ ਪਿੰਡਾਂ ਵਿਚ ਵਸਦਾ ਹੈ ਅਤੇ ਇੱਥੋਂ ਦੀ 60 ਫੀਸਦੀ ਅਬਾਦੀ ਖੇਤੀਬਾੜੀ ‘ਤੇ ਨਿਰਭਰ ਹੈ, ਸੋ ਇਸ ਲਈ ਪਿੰਡਾਂ ਦੇ ਵਿਕਾਸ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਤੋਂ ਬਿਨਾਂ ਰੰਗਲੇ ਪੰਜਾਬ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸੇਸ਼ ਸੱਦੇ ‘ਤੇ ਮਿਲਣ ਪਹੁੰਚੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੂੰ ਮੁਖਾਤਿਬ ਹੁੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਤੋਂ ਪੰਜਾਬ ਅਤੇ ਸੂਬੇ ਦੀ ਖੇਤੀ ਨੂੰ ਬਚਾਉਣ ਲਈ ਸਹਿਯੋਗ ਦੀ ਮੰਗ ਕੀਤੀ।ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਦੇ ਸਾਂਝੇ ਯਤਨਾ ਨਾਲ ਹੀ ਕੇਂਦਰੀ ਸਕੀਮਾਂ ਦਾ ਲਾਭ ਸੂਬੇ ਦੇ ਲੋਕਾਂ ਨੂੰ ਪਹੁੰਚਾਇਆ ਜਾ ਸਕਦਾ ਹੈ।
ਕੇਂਦਰੀ ਸਕੀਮਾਂ ਦਾ ਸਹੀ ਲਾਭ ਲੋਕਾਂ ਤੱਕ ਪਹੁੰਚਾਉਣ ਅਤੇ ਨੀਤੀ ਆਯੋਗ ਨਾਲ ਰਾਬਤ ਕਰਨ ਲਈ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੇ ਦੋ ਆਈ.ਐਸ.ਅਫਸਰਾਂ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।ਜਲਦ ਹੀ ਨੀਤੀ ਆਯੋਗ ਦਾ ਵਫਦ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੀਆਂ ਸਕੀਮਾਂ ਬਾਰੇ ਵਿਚਾਰ ਕਰਨ ਲਈ ਪੰਜਾਬ ਆਵੇਗਾ ਅਤੇ ਕੇਂਦਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਆਪਣੇ ਸੁਝਾਅ ਪੇਸ਼ ਕਰੇਗਾ।
ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੇ ਕਿਹਾ ਕਿ ਨੀਤੀ ਆਯੋਗ ਬਣਿਆ ਹੀ ਸੂਬਿਆਂ ਦੀ ਮੱਦਦ ਕਰਨ ਲਈ ਹੈ।ਉਨ੍ਹਾਂ ਦੱਸਿਆ ਕਿ ਨੀਤੀ ਆਯੋਗ ਵਲੋਂ ਬਿਨਾਂ ਕਿਸੇ ਭੇਦ ਭਾਵ ਦੇ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਿਚ ਸੂਬਿਆਂ ਦੀ ਹਰ ਸੰਭਵ ਮੱਦਦ ਕੀਤੀ ਜਾਂਦੀ ਹੈ।ਪ੍ਰੋ. ਰਮੇਸ਼ ਨੇ ਕਿਹਾ ਕਿ ਸੂਬਿਆਂ ਦੀ ਅਫਸਸ਼ਾਹੀ ਨੂੰ ਕੇਂਦਰੀ ਸਕੀਮਾਂ ਦਾ ਲਾਭ ਲੈਣ ਲਈ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਸਾਰੀਆਂ ਕੇਂਦਰੀ ਸਕੀਮਾਂ ਦੀਆਂ ਤਜਵੀਜਾਂ ਸਹੀ ਤਰਾਂ ਨਾਲ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰੀ ਸਕੀਮਾਂ ਲੈਣ ਲਈ ਸੂਬਿਆਂ ਨੂੰ ਕਿਸੇ ਅੱਗੇ ਬੇਨਤੀਆਂ ਕਰਨ ਦੀ ਕੋਈ ਲੋੜ ਨਹੀਂ ਬਲਕਿ ਇਹ ਉਨਾਂ ਦਾ ਹੱਕ ਹੈ, ਸਿਰਫ ਲੋੜ ਹੈ ਸਹੀ ਢੰਗ ਨਾਲ ਤਜਵੀਜਾਂ ਭੇਜਣ ਦੀ ਤਾਂ ਜੋ ਇਹ ਬਿਨਾਂ ਕਿਸੇ ਰੁਕਾਵਟ ਦੇ ਪਾਸ ਕੀਤੀਆਂ ਜਾ ਸਕਣ।ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਦਾ ਇਸ ਮਿਲਣੀ ਲਈ ਧੰਨਵਾਦ ਕਰਦਿਆਂ ਅਸ ਜਤਾਈ ਕਿ ਨੀਤੀ ਆਯੋਗ ਵਲੋਂ ਪੰਜਾਬ ਦੇ ਵਿਕਾਸ ਲਈ ਪੂਰਾ ਸਹਿਯੋਗ ਅਤੇ ਸਾਥ ਦਿੱਤਾ ਜਾਵੇਗਾ।

Our Visitor

1905708