ਮੁੱਖ ਮੰਤਰੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਪੱਤਰ ਸੌਂਪੇ
ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਵੈੱਬਸਾਈਟ ਕੀਤੀ ਲਾਂਚ
ਸੁਖਜਿੰਦਰ ਮਾਨ
ਲੁਧਿਆਣਾ, 15 ਅਗਸਤ: ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ।ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਿਊਂਸਿਪਲ ਕਾਰਪੋਰੇਸ਼ਨ ਨਾਲ ਤਕਰੀਬਨ 3600 ਸਫ਼ਾਈ ਕਰਮਚਾਰੀ/ਸਫ਼ਾਈ ਮਿੱਤਰ ਠੇਕੇ ਉਤੇ ਕੰਮ ਕਰ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਅੱਜ ਸੰਕੇਤਕ ਤੌਰ ਉਤੇ ਸ਼ੁਰੂ ਕੀਤੀ ਗਈ ਹੈ ਅਤੇ ਬਾਕੀ ਬਚਦੇ ਮੁਲਾਜ਼ਮਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸੇਵਾਵਾਂ ਪੱਕੀਆਂ ਕਰਨ ਦੇ ਪੱਤਰ ਜਾਰੀ ਕਰ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਨਗਰ ਕੌਂਸਲਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਾਰੇ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪਰਉਪਕਾਰ ਦੇ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪ ਸਰਕਾਰ ਇਨ੍ਹਾਂ ਮੁਲਾਜ਼ਮਾਂ ਨਾਲ ਹਮੇਸ਼ਾ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰੇਕ ਲੋੜੀਂਦਾ ਕਦਮ ਚੁੱਕਿਆ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ Ludhianacity.Punjabpolice.gov.in ਨਵੀਂ ਵੈੱਬਸਾਈਟ ਵੀ ਲਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਉਤੇ ਲੋਕ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਣਗੇ, ਜਿਸ ਤੋਂ ਬਾਅਦ ਉਹ ਘਰ ਬੈਠੇ-ਬੈਠੇ ਇਨ੍ਹਾਂ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਉਤੇ ਨਜ਼ਰ ਰੱਖ ਸਕਣਗੇ ਤੇ ਰਿਪੋਰਟ ਹਾਸਲ ਕਰ ਸਕਣਗੇ। ਇਸ ਵੈੱਬਸਾਈਟ ਰਾਹੀਂ ਲੋਕ ਪੀ.ਸੀ.ਸੀ. ਰਿਪੋਰਟ, ਐਫ.ਆਈ.ਆਰ. ਡਾਊਨਲੋਡ, ਸਾਰੇ ਅਧਿਕਾਰੀਆਂ, ਥਾਣਾ ਮੁਖੀਆਂ ਤੇ ਹੋਰਾਂ ਦੇ ਸੰਪਰਕ ਨੰਬਰ ਵੀ ਹਾਸਲ ਕਰ ਸਕਣਗੇ।
ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ
ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸ਼ਹਿਰ ’ਚ ਰੋਸ਼ ਰੈਲੀ ਕੱਢਦੇ ਠੇਕਾ ਮੁਲਾਜਮ ਪੁਲਿਸ ਨੇ ਥਾਣੇ ਡੱਕੇ
ਸੁਖਜਿੰਦਰ ਮਾਨ
ਬਠਿੰਡਾ, 15 ਅਗੱਸਤ: ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜਮ ਸੰਘਰਸ ਮੋਰਚਾ (ਪੰਜਾਬ) ਦੇ ਆਗੂਆਂ ਤੇ ਵਰਕਰਾਂ ਨੂੰ ਅੱਜ ਬਠਿੰਡਾ ਪੁਲਿਸ ਨੇ ਉਸ ਸਮੇਂ ਗਿ੍ਰਫਤਾਰ ਕਰਕੇ ਵੱਖ ਵੱਖ ਥਾਣਿਆਂ ’ਚ ਡੱਕ ਦਿੱਤਾ, ਜਦ ਉਹ ਕਾਲੇ ਝੰਡਿਆਂ,ਕਾਲੇ ਚੋਲ਼ੇ ਪਾਕੇ,ਕਾਲੇ ਬਿੱਲੇ ਲਾਕੇ ਰੋਹ ਭਰਭੂਰ ਰੋਸ਼ ਮਾਰਚ ਕਰਨ ਲੱਗੇ। ਇਸ ਦੌਰਾਨ ਪੁਲਿਸ ਤੇ ਠੇਕਾ ਮੁਲਾਜਮਾਂ ਵਿਚਕਾਰ ਗਹਿਮਾ-ਗਹਿਮੀ ਵੀ ਹੋਈ ਤੇ ਪੁਲਿਸ ਨੇ ਠੇਕਾ ਮੁਲਾਜਮਾ ਨੂੰ ਚੁੱਕ ਕੇ ਬੱਸਾਂ ਵਿਚ ਸੁੱਟ ਦਿੱਤਾ। ਇਸ ਦੌਰਾਨ ਠੇਕਾ ਮੁਲਾਜਮਾਂ ਨੇ ਸਰਕਾਰ ਵਿਰੁਧ ਰੋਹ ਭਰਪੂਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸੂਬਾ ਆਗੂ ਗੁਰਵਿੰਦਰ ਪੰਨੂ, ਸੰਦੀਪ ਖਾਨ, ਖੁਸਦੀਪ ਸਿੰਘ, ਹਰਜਿੰਦਰ ਸਿੰਘ ਬਰਾੜ, ਜਗਜੀਤ ਸਿੰਘ ਬਰਾੜ, ਇਕਬਾਲ ਸਿੰਘ ਤੇ ਕਰਮਜੀਤ ਦਿਓੁਣ ਅਤੇ ਰਾਮਵਰਨ ਨੇ ਕਿਹਾ ਕਿ ਅੱਜ ਸਮੁੱਚੇ ਪੰਜਾਬ ਵਿੱਚ ਮੋਰਚੇ ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਆਜ਼ਾਦੀ ਦਿਵਸ਼ ਨੂੰ ਵਿਰੋਧ ਦਿਵਸ਼ ਵਜੋਂ ਮਨਾਉਣ ਦੇ ਉਲੀਕੇ ਸੰਘਰਸ਼ ਦੇ ਤਹਿਤ ਬਠਿੰਡਾ ਦੇ ਰੋਜ ਗਾਰਡਨ ਚੋਂਕ ਵਿਖੇ ਰੈਲੀ ਕਰਨ ਉਪਰੰਤ ਸ਼ਹਿਰ/ਕਸਬੇ ਵਿੱਚ ਕਾਲੇ ਝੰਡਿਆਂ,ਕਾਲੇ ਚੋਲ਼ੇ ਪਾਕੇ,ਕਾਲੇ ਬਿੱਲੇ ਲਾਕੇ ਰੋਹ ਭਰਭੂਰ ਰੋਸ਼ ਮਾਰਚ ਕਰਨ ਲੱਗੇ ਤਾਂ ਮੌਕੇ ਤੇ ਪ੍ਰਸ਼ਾਸਨ ਵੱਲੋਂ ਠੇਕਾ ਕਾਮਿਆਂ ਨੂੰ ਜਬਰੀ ਪੁਲਿਸ ਬੱਸਾਂ ਚ ਡੱਕ ਕੇ ਥਾਣੇ ਬੰਦ ਕੀਤਾ ਗਿਆ।ਇਸ ਸਮੇ ਸੂਬਾ ਆਗੂਆਂ ਨੇ ਕਿਹਾ ਕਿ ਅਖੌਤੀ ਆਜ਼ਾਦੀ ਦੇ ਮੌਕੇ ਸਰਕਾਰ ਗੱਲ ਸੁਣਨ ਦੀ ਬਜਾਇ ਹੱਕੀ ਮੰਗ ਕਰਨ ਵਾਲੇ ਠੇਕਾ ਕਾਮਿਆਂ ਨੂੰ ਜੇਲ੍ਹਾਂ ਵਿੱਚ ਸੁੱਟ ਰਹੀ ਹੈ।ਪਰ ਸੰਘਰਸ਼ੀ ਲੋਕ ਜੇਲ੍ਹਾਂ ਥਾਣਿਆਂ ਤੋਂ ਨਹੀਂ ਡਰਦੇ।ਇਸ ਸਮੇਂ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਦੇ ਸਮੂਹ ਅਦਾਰਿਆਂ ਦਾ ਨਿੱਜੀਕਰਨ ਬੰਦ ਕਰੋ,ਬਿਜਲੀ,ਪਾਣੀ,ਸਿਹਤ,ਸਿੱਖਿਆ,ਟ੍ਰਾਂਸਪੋਰਟ,ਰੇਲਵੇ,ਬੈਂਕਾਂ-ਐੱਲ.ਆਈ.ਸੀ.ਅਤੇ ਦੂਰ-ਸੰਚਾਰ ਵਿੱਚੋਂ ਕਾਰਪੋਰੇਟ ਘਰਾਣਿਆਂ,ਕੰਪਨੀਆਂ ਅਤੇ ਠੇਕੇਦਾਰਾਂ ਨੂੰ ਬਾਹਰ ਕਰੋ,ਸੇਵਾ ਦੇ ਸਮੂਹ ਅਦਾਰਿਆਂ ਦਾ ਕੰਟਰੋਲ ਸਰਕਾਰਾਂ ਆਪਣੇ ਹੱਥਾਂ ਵਿੱਚ ਲੈਕੇ ਚਲਾਉਣਾ ਯਕੀਨੀ ਕਰੋ,ਸਮੂਹ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਭਰਤੀ ਬੰਦ ਕਰਕੇ ਸਿੱਧੀ ਰੈਗੂਲਰ ਭਰਤੀ ਕਰੋ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ਤੇ ਬਿਨਾਂ ਕਿਸੇ ਸਰਤ ਰੈਗੂਲਰ ਕਰੋ,ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਲਈ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਤਹਿਤ ਤਨਖਾਹਾਂ ਨਿਸਚਿਤ ਕਰੋ,ਸਮੂਹ ਸਰਕਾਰੀ ਅਦਾਰਿਆਂ ਦੀ ਸੰਪਤੀ ਦੀ ਕੰਪਨੀਆਂ ਅਤੇ ਠੇਕੇਦਾਰਾਂ ਰਾਹੀਂ ਕਰਵਾਈ ਜਾ ਰਹੀ ਅੰਨ੍ਹੀ ਲੁੱਟ ਬੰਦ ਕਰਨ ਦੀ ਮੰਗਵ ਕੀਤੀ। । ਇਸ ਦੌਰਾਨ ਮੋਰਚੇ ਦੇ ਆਗੂਆਂ ਵੱਲੋਂ ਪੰਜਾਬ ਦੇ ਸਮੂਹ ਇਨਸਾਫ-ਪਸੰਦ ਲੋਕਾਂ ਨੂੰ ਜੋਰਦਾਰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹਨ੍ਹਾਂ ਦਾ ਇਹ ਸੰਘਰਸ ਸਿਰਫ ਪੱਕੇ ਰੁਜਗਾਰ ਤੱਕ ਸੀਮਤ ਨਹੀਂ ਹੈ ਸਗੋਂ ਇਹ ਦੇਸ ਦੇ ਮਿਹਨਕਸ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਨਾਲ ਉਸਾਰੇ ਗਏ ਸੇਵਾ ਦੇ ਅਦਾਰਿਆਂ ਨੂੰ ਬਚਾਉਣ ਲਈ ਹੈ। ਆਗੂਆਂ ਨੇ ਕਿਹਾ ਕਿ ਆਪ ਦੀ ਪੰਜਾਬ ਸਰਕਾਰ ਜੋ ਬਦਲਾਅ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਅੱਜ ਉਹ ਵੀ ਕੇਂਦਰ ਸਰਕਾਰ ਦੇ ਨਕਸ਼ੇ-ਕਦਮ ਤੇ ਚਲਦਿਆਂ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਵੱਲ ਤੇਜ਼ੀ ਨਾਲ਼ ਕਦਮ ਵਧਾ ਰਹੀ ਹੈ ਅਤੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਤੋਂ ਭੱਜ ਰਹੀ ਹੈ,ਆਗੂਆਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਸਮੂਹ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਜਲਦ ਰੈਗੂਲਰ ਅਤੇ ਬਰਨਾਲਾ ਡੀ.ਸੀ.ਦਫ਼ਤਰ ਦੇ ਠੇਕਾ ਮੁਲਾਜ਼ਮਾਂ ਨੂੰ ਬਹਾਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਠੇਕਾ ਮੁਲਾਜਮ ਤਿੱਖਾ ਸੰਘਰਸ ਕਰਨ ਲਈ ਮਜ਼ਬੂਰ ਹੋਣਗੇ ਜਿਸਦੀ ਸਾਰੀ ਜੁਮੇਵਾਰੀ ਸਰਕਾਰ ਦੀ ਹੋਵੇਗੀ!ਆਗੂਆਂ ਨੇ ਕੇਂਦਰੀ ਹਕੂਮਤ ਵੱਲੋਂ ਤਿਰੰਗਾ ਯਾਤਰਾ ਦੇ ਸਬੰਧ ਵਿੱਚ ਕਿਹਾ ਕਿ ਭਾਜਪਾ ਹਕੂਮਤ ਇੱਕ ਪਾਸੇ ਦੇਸ ਦੇ ਕੁੱਲ ਪੈਦਾਵਾਰੀ ਵਸੀਲਿਆ ਨੂੰ ਦੇਸੀ-ਵਿਦੇਸੀ ਕਾਰਪੋਰੇਟ ਲੁਟੇਰਿਆਂ ਅੱਗੇ ਲੁੱਟ ਅਤੇ ਮੁਨਾਫਿਆਂ ਲਈ ਮਿਹਨਤ ਸਕਤੀ ਸਮੇਤ ਪਰੋਸਕੇ ਦੇਸ ਅਤੇ ਲੋਕ ਵਿਰੋਧੀ ਕੁਕਰਮ ਕਰ ਰਹੀ ਹੈ ਦੂਸਰੇ ਪਾਸੇ ਤਿਰੰਗਾ ਯਾਤਰਾ ਦਾ ਨਾਟਕ ਕਰਕੇ ਇਸ ਕੁਕਰਮ ਤੇ ਦੇਸ ਭਗਤੀ ਦਾ ਪਰਦਾ ਪਾਕੇ ਲੋਕ ਰੋਹ ਤੇ ਠੰਡਾ ਛਿੜਕ ਰਹੀ ਹੈ।
ਸ਼ਹੀਦ ਹੋਣ ਦਾ ਮੌਕਾ “ਅਕਾਲ ਪੁਰਖ਼” ਸਿਰਫ਼ ਸੂਰਮਿਆਂ ਨੂੰ ਹੀ ਬਖਸ਼ਦਾ ਹੈ : ਕੁਲਤਾਰ ਸਿੰਘ ਸੰਧਵਾਂ
ਕਿਹਾ, ਸ਼ਹੀਦਾਂ ਦੀ ਸ਼ਹਾਦਤ ਦੇ ਅਸੀਂ ਸਾਰੇ ਦੇਸ਼ ਵਾਸੀ ਹਮੇਸ਼ਾ ਰਹਾਂਗੇ ਰਿਣੀ
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਝੰਡਾ
ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ
ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਕੀਤੀ ਵੰਡ
ਸਕੂਲੀ ਬੱਚਿਆਂ ਵਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ
ਸੁਖਜਿੰਦਰ ਮਾਨ
ਬਠਿੰਡਾ, 15 ਅਗਸਤ: ਸ਼ਹੀਦ ਕੋਈ ਆਮ ਮੱਨੁਖ ਨਹੀਂ ਹੋ ਸਕਦਾ, ਸ਼ਹੀਦ ਹੋਣ ਦਾ ਮੌਕਾ “ਅਕਾਲ ਪੁਰਖ਼” ਕੇਵਲ ਸੂਰਮਿਆਂ ਨੂੰ ਹੀ ਬਖਸ਼ਦਾ ਹੈ। ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਦੇ ਲਾਸਾਨੀ ਯੋਗਦਾਨ ਦੀ ਮਿਸਾਲ ਪੂਰੇ ਵਿਸ਼ਵ ਚ ਦਿੱਤੀ ਜਾਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਮੁਲਕ ਦੇ 76ਵੇਂ ਆਜ਼ਾਦੀ ਦਿਵਸ ਮੌਕੇ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਜੇ ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦੇ ਘੋਲ ਵਿੱਚ ਯੋਗਦਾਨ ਪਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ. ਭਗਤ ਸਿੰਘ, ਲਾਲਾ ਲਾਜਪਤ ਰਾਏ, ਸ. ਊਧਮ ਸਿੰਘ, ਸ. ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਰਾਜਗੁਰੂ, ਸੁਖਦੇਵ ਤੇ ਹੋਰ ਅਣਗਿਣਤ ਗੁੰਮਨਾਮ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਅਸੀਂ ਸਾਰੇ ਦੇਸ਼ ਵਾਸੀ ਹਮੇਸ਼ਾ ਇਨ੍ਹਾਂ ਸ਼ਹੀਦਾਂ ਦੇ ਰਿਣੀ ਰਹਾਂਗੇ। ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਜੀਵਨ ਨੂੰ ਇਸ ਢੰਗ ਨਾਲ ਚਲਾਈਏ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰ ਸਕੀਏ।ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅੱਜ ਅਸੀਂ ਆਪਣੇ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦਾ ਜਸ਼ਨ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਮੁਬਾਰਕ ਦਿਨ ਮੌਕੇ ਮੈਂ ਆਪ ਸਭ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਇਸ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੋਲਦਿਆਂ ਕਿਹਾ ਕਿ ਅੱਜ ਦੇ ਇਸ ਮਹਾਨ ਦਿਨ ਅਸੀ ਆਪਣੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਫੌਜੀਆਂ ਨੂੰ ਵੀ ਆਪਣੀ ਸ਼ਰਧਾਂਜਲੀ ਭੇਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਭਾਰਤ ਦੀ ਫੌਜ ਤੇ ਮਾਣ ਹੈ ਜਿਨ੍ਹਾਂ ਦੀ ਮਿਹਨਤ ਅਤੇ ਕੁਰਬਾਨੀਆਂ ਸਦਕਾ ਅਸੀਂ ਅਮਨ ਸ਼ਾਤੀ ਨਾਲ ਆਪਣੇ ਤਿਉਹਾਰ ਤੇ ਮਹਾਨ ਦਿਨ ਮਨਾਉਂਦੇ ਹਾਂ।
ਇਸ ਤੋਂ ਪਹਿਲਾ ਸ. ਸੰਧਵਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪ੍ਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਪ੍ਰੇਡ ਕਮਾਂਡਰ ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਮੁੱਖ ਮਹਿਮਾਨ ਸ. ਸੰਧਵਾਂ ਜੀ ਨੂੰ ਸਲਾਮੀ ਦਿੱਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਪੇਸ਼ ਕੀਤੀਆਂ ਗਈਆਂ।ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਕਰੀਬ 1500 ਵਿਦਿਆਰਥੀਆਂ ਵਲੋਂ ਸ਼ਾਨਦਾਰ ਪੀ.ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਗੀਤਾਂ ’ਤੇ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਲੜਕੀਆਂ ਵਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਅਤੇ ਲੜਕਿਆਂ ਵਲੋਂ ਪਾਇਆ ਭੰਗੜਾ ਅਤੇ ਮਲਵਈ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਸਮਾਗਮ ਦੇ ਅੰਤ ਵਿੱਚ ਸੇਂਟ ਜੇਵੀਅਰ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਜੰਗੀ ਵਿਧਾਵਾਵਾਂ ਦੇ ਪਰਿਵਾਰਾਂ, ਪ੍ਰੇਡ ਕਮਾਂਡਰ ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਖੇਤਰਾਂ ਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਤੋਂ ਇਲਾਵਾਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਗਈ।
ਸਮਾਗਮ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ਼੍ਰੀ ਸੁਮਿੱਤ ਮਲਹੋਤਰਾ, ਡਾਇਰੈਕਟਰ ਏਮਜ਼ ਡਾ. ਡੀਕੇ ਸਿੰਘ, ਵਾਇਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਪ੍ਰੋ: ਰਾਘਵੇਂਦਰ ਪੀ. ਤਿਵਾਰੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਐਸਡੀਐਮ ਸ਼੍ਰੀਮਤੀ ਇਨਾਯਤ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ. ਸਾਰੰਗਪ੍ਰੀਤ ਸਿੰਘ ਔਜਲਾ, ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਸੂਬਾ ਬੁਲਾਰਾ ਤੇ ਲੀਗਲ ਸੈਲ ਦੇ ਵਾਈਸ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਲੋਕ ਸਭਾ ਇਚਾਰਜ ਸ਼੍ਰੀ ਰਾਕੇਸ਼ ਪੁਰੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਅਮ੍ਰਿਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ ਆਦਿ ਸਖ਼ਸ਼ੀਅਤਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ, ਰੈਡ ਕਰਾਸ ਸੁਸਾਇਟੀ ਦੇ ਸੈਕਟਰੀ ਸ਼੍ਰੀ ਦਰਸ਼ਨ ਕੁਮਾਰ ਆਦਿ ਉਚ ਅਧਿਕਾਰੀ ਹਾਜ਼ਰ ਸਨ।
ਵਿਰਾਸਤੀ ਪਿੰਡ ਜੈਪਾਲਗਡ਼੍ਹ ਵਿਖੇ 2 ਰੋਜ਼ਾ ਤੀਆਂ ਦਾ ਮੇਲਾ ਧੂਮਧਾਮ ਨਾਲ ਸਮਾਪਤ
ਪ੍ਰੈੱਸ ਕਲੱਬ ਬਠਿੰਡਾ ਦੇ ਨਵੇਂ ਚੁਣੇ ਨੁਮਾਇੰਦਿਆਂ ਅਤੇ ਸਹਿਯੋਗੀ ਸੱਜਣਾਂ ਦਾ ਕੀਤਾ ਸਨਮਾਨ
ਪੰਜਾਬੀ ਖਬਰਸਾਰ ਬਿਉਰੋ
ਬਠਿੰਡਾ ,15 ਅਗਸਤ: ਪੰਜਾਬੀ ਬੋਲੀ ਅਤੇ ਸੱਭਿਆਚਾਰ ਨੂੰ ਸਾਂਭਣ ਵਾਲੀ ਮਾਲਵੇ ਦੀ ਉੱਘੀ ਸਮਾਜਿਕ ਸੰਸਥਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਰਜਿ. ਬਠਿੰਡਾ ਵੱਲੋਂ ਦੋ ਰੋਜ਼ਾ ਵਿਰਾਸਤੀ ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ । ਦੋ ਰੋਜ਼ਾ ਸਮਾਗਮ ਵਿੱਚ ਆਖ਼ਰੀ ਦਿਨ ਪ੍ਰੈੱਸ ਕਲੱਬ ਬਠਿੰਡਾ ਦੇ ਨਵੇਂ ਚੁਣੇ ਅਹੁਦੇਦਾਰਾਂ ਜਿਨ੍ਹਾਂ ਵਿੱਚ ਬਖਤੌਰ ਢਿੱਲੋਂ ਪ੍ਰਧਾਨ, ਸੁਖਮੀਤ ਸਿੰਘ ਭਸੀਨ ਸੀਨੀਅਰ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਮਾਨ ਮੀਤ ਪ੍ਰਧਾਨ, ਸਵਰਨ ਸਿੰਘ ਦਾਨੇਵਾਲੀਆ ਜਨਰਲ ਸਕੱਤਰ, ਵਿਕਰਮ ਬਿੰਨੀ ਜੁਆਇੰਟ ਸਕੱਤਰ ,ਗੁਰਤੇਜ ਸਿੰਘ ਸਿੱਧੂ ਅਤੇ ਕੁਲਬੀਰ ਬੀਰਾ ਦੋਨੇਂ ਸਕੱਤਰ ਅਤੇ ਅਵਤਾਰ ਸਿੰਘ ਕੈਂਥ ਖਜ਼ਾਨਚੀ ਦਾ ਲੋਈ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਸਹਿਯੋਗੀ ਸੱਜਣਾ ਨਵਦੀਪ ਸਿੰਘ ਜੀਦਾ ਐਡਵੋਕੇਟ ਬੁਲਾਰਾ ਆਪ ਪੰਜਾਬ ਅਤੇ ਬੀਬੀ ਬਲਜਿੰਦਰ ਕੌਰ ਤੁੰਗਵਾਲੀ ਸੂਬਾ ਪ੍ਰਧਾਨ ਮਹਿਲਾ ਵਿੰਗ ਦਾ ਵੀ ਸਨਮਾਨ ਕੀਤਾ ਗਿਆ। ਇਸ ਸਮਾਗਮ ਦੌਰਾਨ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਮੇਲਾ ਕਮੇਟੀ ਦੇ ਚੇਅਰਮੈਨ ਚਮਕੌਰ ਸਿੰਘ ਮਾਨ ਨੇ ਕਿਹਾ ਅਤੇ ਅੰਤ ਵਿੱਚ ਸਭਨਾਂ ਦਾ ਧੰਨਵਾਦ ਸੰਸਥਾ ਦੇ ਪ੍ਰਧਾਨ ਭਾਈ ਹਰਵਿੰਦਰ ਸਿੰਘ ਖ਼ਾਲਸਾ ਵੱਲੋਂ ਕੀਤਾ ਗਿਆ । ਸਟੇਜ ਸਕੱਤਰ ਦੀ ਭੂਮਿਕਾ ਭਾਈ ਗੁਰੂਅਵਤਾਰ ਸਿੰਘ ਗੋਗੀ ਵੱਲੋਂ ਬਾਖੂਬੀ ਨਿਭਾਈ ਗਈ। ਮੇਲੇ ਵਿਚ ਹਾਜ਼ਰੀਨ ਬੀਬੀਆਂ ਭੈਣਾਂ ਨੇ ਪੇਂਡੂ ਅਤੇ ਸੱਭਿਅਕ ਬੋਲੀਆਂ ਪਾ ਕੇ ਇੱਕ ਵਾਰ ਫੇਰ 30-35 ਸਾਲ ਪੁਰਾਣੇ ਪੇਂਡੂ ਵਿਰਸੇ ਦੀ ਯਾਦ ਤਾਜ਼ਾ ਕਰਵਾ ਦਿੱਤੀ। ਵਰਨਣਯੋਗ ਹੈ ਕਿ ਇਸ ਸੰਸਥਾ ਵੱਲੋਂ ਨਿਰੋਲ ਪੇਂਡੂ ਤੇ ਵਿਰਾਸਤੀ ਤੀਆਂ ਲਗਾਈਆਂ ਜਾਂਦੀਆਂ ਹਨ । ਇਸ ਵਿੱਚ ਡੀਜੇ ਤੇ ਪੱਛਮੀ ਸੱਭਿਆਚਾਰ ਦੀ ਬਿਲਕੁਲ ਵੀ ਵਰਤੋਂ ਨਹੀਂ ਕੀਤੀ ਜਾਂਦੀ । ਸਮਾਗਮ ਨੂੰ ਸਫਲਤਾ ਪੂਰਵਕ ਸੰਪੰਨ ਕਰਨ ਵਿੱਚ ਇੰਦਰਜੀਤ ਸਿੰਘ ਵਿਸ਼ਾਲ ਨਗਰ ,ਸੁਖਦੇਵ ਸਿੰਘ ਗਰੇਵਾਲ, ਡੀ ਸੀ ਸ਼ਰਮਾ, ਬਲਦੇਵ ਸਿੰਘ ਚਹਿਲ, ਜਗਤਾਰ ਭੰਗੂ, ਗੁਰਮੀਤ ਸਿੰਘ ਸਿੱਧੂ,ਹਰਪਾਲ ਸਿੰਘ ਢਿੱਲੋਂ ,ਬਲਦੇਵ ਸਿੰਘ ਜ਼ੈਲਦਾਰ, ਰਜਿੰਦਰ ਸਿੰਘ ਰਾਜੂ ਰਹਿੰਦਾ ,ਪਵਨ ਕੁਮਾਰ, ਬਲਵਿੰਦਰ ਭੋਲਾ, ਗੁਰਤੇਜ ਸਿੰਘ ਸਿੱਧੂ ,ਮੇਜਰ ਸਿੰਘ ਬਾਵਰਾ, ਨਰਿੰਦਰਪਾਲ ਸਿੰਘ ਐਡਵੋਕੇਟ ,ਸਲੀਮ ਖ਼ਾਨ , ਹਰਿਮੰਦਰ ਸਿੰਘ ਦੌਲਾ, ਜਸਕਰਨ ਸਿੰਘ ,ਰਾਣਾ ਠੇਕੇਦਾਰ, ਮਨਦੀਪ ਸਿੰਘ ਪੀਪੀ, ਜਸਵਿੰਦਰ ਗੋਨਿਆਣਾ, ਮਿੱਠੂ ਸਿੰਘ ਬਰਾਡ਼, ਸੁਖਦੇਵ ਸਿੰਘ ਗੁਰਥੜੀ, ਭਗਤ ਰਾਮ, ਬੰਤ ਸਿੰਘ ਸਿੱਧੂ ਐਮ ਸੀ ਅਹਿਮ ਯੋਗਦਾਨ ਪਾਇਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਗੁਰਬਖਸ਼ ਕੌਰ, ਬੀਬੀ ਸੁਰਜੀਤ ਕੌਰ, ਪ੍ਰਿੰਸੀਪਲ ਰਜਿੰਦਰ ਕੌਰ, ਗੁਰਪ੍ਰੀਤ ਕੌਰ ਸਿੱਧੂ, ਮਲਕੀਤ ਕੌਰ ,ਕਮਲਪ੍ਰੀਤ ਕੌਰ , ਰਮਨ ਸੇਖੋਂ, ਬੀਬੀ ਗੁਰਦੀਪ ਕੌਰ ,ਬੀਬੀ ਸੁਰਿੰਦਰ ਕੌਰ ਖੱਦਰ ਭੰਡਾਰ ਵਾਲੀ ਗਲੀ ,ਸਰਬਜੀਤ ਕੌਰ ਢਿੱਲੋਂ, ਬੀਬੀ ਸਤਵੰਤ ਕੌਰ, ਪਿੰਕੀ ਬਰਾਡ਼, ਸਹਿਨਾਜ਼ ਕੁਰੈਸ਼ੀ, ਰਾਜਦੇਵ ਕੌਰ ਸਿੱਧੂ, ਬੀਬੀ ਕੁਲਵੰਤ ਕੌਰ, ਬੀਬੀ ਮਨਜੀਤ ਕੌਰ ਕਰਤਾਰ ਬਸਤੀ, ਦਵਿੰਦਰ ਕੌਰ ਪ੍ਰਤਾਪਨਗਰ, ਜਸਵਿੰਦਰ ਕੌਰ ਮਾਨ ,ਕਰਮਜੀਤ ਕੌਰ ਗੁਰਥੜੀ ਆਦਿ ਹਾਜ਼ਰ ਸਨ।
ਪਬਲਿਕ ਲਾਇਬਰੇਰੀ ਬਠਿੰਡਾ ਵੱਲੋਂ ਅਜਾਦੀ ਉਤਸਾਹ ਨਾਲ ਮਨਾਇਆ
ਸੁਖਜਿੰਦਰ ਮਾਨ
ਬਠਿੰਡਾ ,15 ਅਗਸਤ: ਸਤਪਾਲ ਅਜ਼ਾਦ ਮੈਮੋਰੀਅਲ ਪਬਲਿਕ ਲਾਇਬਰੇਰੀ ਰਜਿ: ਬਠਿੰਡਾ ਵੱਲੋਂ 76ਵਾਂ ਅਜਾਦੀ ਦਿਵਸ ਹਰ ਸਾਲ ਦੀ ਤਰਾਂ੍ਹ ਬਹੁਤ ਹੀ ਉਤਸਾਹ ਨਾਲ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਲਾਇਬਰੇਰੀ ਦੇ ਪ੍ਰਧਾਨ ਡਾ ਬਲਤੇਜ ਸਿੰਘ ਵੱਲੋਂ ਨਿਭਾਈ ਗਈ। ਇਸ ਉਪਰੰਤ ਲਾਇਬਰੇਰੀ ਦੇ ਅਹੁਦੇਦਾਰਾਂ ਅਤੇ ਆਏ ਹੋਏ ਮਹਿਮਾਨਾ ਵੱਲੋਂ ਸਹੀਦ ਏ ਆਜਮ ਸ੍ਰ ਭਗਤ ਸਿੰਘ ਦੇ ਬੱੁਤ ਤੇ ਸਰਧਾ ਦੇ ਫੁੱਲ ਭੇਂਟ ਕੀਤੇ ਗਏ। ਪ੍ਰਧਾਨ ਡਾ ਬਲਤੇਜ ਨੇ ਸੁਤੰਤਰਤਾ ਦਿਵਸ ਦੀ ਸਾਰੇ ਦੇਸ ਵਾਸੀਆਂ ਨੂੰ ਵਧਾਈ ਦਿੰਦਿਆ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਨਸੇ ਨੂੰ ਜੜ ਤੋਂ ਖਤਮ ਕਰਨਾ ਚਾਹੀਦਾ ਹੈ ਤੇ ਇਕ ਨਸਾ ਮੁਕਤ ਸਮਾਜ ਦੀ ਰਚਨਾ ਕਰਨੀ ਚਾਹੀਦੀ ਹੈ। ਪਰਿਆਸ ਸਕੂਲ ਦੇ ਬੱਚਿਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ ਅਤੇ ਦੇਸ ਭਗਤੀ ਦੇ ਗੀਤਾਂ ਤੇ ਡਾਸ ਪੇਸ ਕੀਤਾ। ਲਾਇਬਰੇਰੀ ਵੱਲੋਂ ਸਾਰਿਆਂ ਬੱਚਿਆ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਅਜਾਦੀ ਦੇ ਇਸ ਸੁਭ ਦਿਹਾੜੇ ਤੇ ਲਾਇਬਰੇਰੀ ਵੱਲੋ ਨਵਨੀਤ ਗਰਗ, ਦੀਪਕ, ਕਮਲ ਗਰਗ ਅਤੇ ਉਮੇਸ ਆਦਿ ਪਾਠਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਹਨਾਂ ਨੇੋ ਲਾਇਬਰੇਰੀ ਵਿੱਚ ਬੈਠ ਕੇ ਪੜ ਕੇ ਅੱਜ ਵੱਖ-ਵੱਖ ਖੇਤਰਾਂ ਵਿਚ ਉਚ ਮੁਕਾਮ ਹਸਲ ਕੀਤਾ ਹੈ। ਜਨਰਲ ਸਕੱਤਰ ਕੁਲਦੀਪ ਢੀਂਗਰਾ ਨੇ ਮੰਚ ਸੰਚਾਲਣ ਦੀ ਭੁਮਿਕਾ ਨਿਭਾਈ । ਆਏ ਹੋਏ ਸਾਰੇ ਮਹਿਮਾਨਾਂ ਦਾ ਲੱਡੂਆ ਨਾਲ ਮੂੰਹ ਮਿੱਠਾ ਕਰਾਇਆ ਗਿਆ। ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਜਨਰਲ ਸਕੱਤਰ ਕੁਲਦੀਪ ਢੀਂਗਰਾ, ਮੀਤ ਪ੍ਰਧਾਨ ਅਰਵਿੰਦ ਮਹਿਤਾ, ਸਰਪ੍ਰਸਤ ਨੱਥੂ ਰਾਮ, ਸ੍ਰ ਸੁਖਦੇਵ ਸਿੰਘ ਸਮਾਘ, ਕੈਸੀਅਰ ਪਰਵੀਨ ਕਾਕਾ, ਜਸਵੀਰ ਸਿੰਘ ਜੱਸਾ ਐਮ ਸੀ, ਸ੍ਰੀਮਤੀ ਸਾਂਤੀ ਜਿੰਦਲ, ਪਵਨ ਤਾਇਲ, ਸੰਦੀਪ ਪਰਚੰਡਾ, ਸ੍ਰੀਮਤੀ ਮਧੂ ਤਾਇਲ, ਚਰਨਜੀਤ, ਰਮਣੀਕ ਵਾਲੀਆ, ਕੰਵਲਜੀਤ ਸਿੰਘ, ਪਰਵੀਨ ਸਿੰਘ, ਪ੍ਰੋ ਕੁਲਵਿੰਦਰ ਸਿੰਘ, ਸੁਰਿੰਦਰ ਸਰਮਾ, ਵਰਿੰਦਰ ਸਿੰਗਲਾ, ਪਵਨ ਜਿੰਦਲ, ਰਮੇਸ ਗਰਗ, ਮਨੋਜ ਕੁਮਾਰ, ਅਤੇ ਮੇਨੇਜਰ ਪਰਵੀਨ ਗਰਗ ਆਦਿ ਹਾਜਰ ਸਨ।
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ “ਆਮ ਆਦਮੀ ਕਲੀਨਿਕ” : ਜਗਰੂਪ ਸਿੰਘ ਗਿੱਲ
ਖੇਤਾ ਸਿੰਘ ਬਸਤੀ ਵਿਖੇ ਕੀਤਾ “ਆਮ ਆਦਮੀ ਕਲੀਨਕ” ਦਾ ਉਦਘਾਟਨ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 15 ਅਗਸਤ: ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪਿੰਡ ਪੱਧਰ ਤੇ ਦੇਣ ਦੇ ਉਦੇਸ਼ ਨਾਲ ਸੂਬੇ ਚ ਪਹਿਲੇ ਪੜਾਅ ਚ 75 “ਆਮ ਆਦਮੀ ਕਲੀਨਿਕ” ਖੋਲ੍ਹੇ ਗਏ ਹਨ, ਜੋ ਕਿ ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਖੇਤਾ ਸਿੰਘ ਬਸਤੀ ਵਿਖੇ “ਆਮ ਆਦਮੀ ਕਲੀਨਿਕ” ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਅੱਜ ਦੇ ਇਸ ਮਹਾਨ ਦਿਨ ਉਨ੍ਹਾਂ ਸਾਰੇ ਪੰਜਾਬੀਆਂ ਨੂੰ ਯਾਦ ਕਰਦਾ ਹਾਂ, ਜਿਨ੍ਹਾਂ ਨੇ ਆਜ਼ਾਦੀ ਵੇਲੇ ਹੋਈ ਦੇਸ਼ ਦੀ ਵੰਡ ਸਮੇਂ ਸ਼ਹੀਦੀਆਂ ਦਿੱਤੀਆਂ, ਘਰੋਂ ਬੇਘਰ ਹੋਏ ਤੇ ਆਪਣਿਆਂ ਦੇ ਵਿਛੜਣ ਦੇ ਤਸੀਹੇ ਸਹੇ। ਦੇਸ਼ ਦੀ ਵੰਡ ਦੇ ਦੌਰਾਨ ਸਾਡੇ ਪੰਜਾਬੀਆਂ ਨੇ ਜੋ ਕੀਮਤ ਚੁਕਾਈ ਹੈ, ਉਹ ਕਦੇ ਭੁਲਾਈ ਨਹੀਂ ਜਾ ਸਕਦੀ।
ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਹੰਭਲੇ ਮਾਰੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ “ਆਮ ਆਦਮੀ ਕਲੀਨਕ” ਸਹਾਈ ਸਿੱਧ ਹੋਣਗੇ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਸੂਬਾ ਬੁਲਾਰਾ ਤੇ ਲੀਗਲ ਸੈਲ ਦੇ ਵਾਈਸ ਪ੍ਰਧਾਨ ਐਡਵੋਕੇਟ ਨਵਦੀਪ ਸਿੰਘ ਜੀਦਾ, ਲੋਕ ਸਭਾ ਇਚਾਰਜ ਸ਼੍ਰੀ ਰਾਕੇਸ਼ ਪੁਰੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਅਮ੍ਰਿਤਲਾਲ ਅਗਰਵਾਲ, ਦਿਹਾਤੀ ਪ੍ਰਧਾਨ ਸ਼੍ਰੀ ਗੁਰਜੰਟ ਸਿਵੀਆ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ ਆਦਿ ਸਖ਼ਸ਼ੀਅਤਾਂ ਹਾਜ਼ਰ ਸਨ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ, ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਲਿਆ ਅਹਿਦ
ਸੰਗਰੂਰ ਦੇ ਲੋਕਾਂ ਨੂੰ ਸਮਰਪਤ ਕੀਤੇ ਚਾਰ ਆਮ ਆਦਮੀ ਕਲੀਨਿਕ
ਸਮਾਗਮਾਂ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ‘ਚ 16 ਅਗਸਤ ਦੀ ਛੁੱਟੀ ਦਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 15 ਅਗਸਤ: ਭਾਰਤ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਵਿਖੇ ਕੌਮੀ ਝੰਡਾ ਲਹਿਰਾਉਂਦਿਆਂ ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਦਾ ਅਹਿਦ ਲਿਆ।ਕੈਬਨਿਟ ਮੰਤਰੀ ਨੇ ਇੱਥੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਮਾਣ ਅਤੇ ਪ੍ਰੇਰਨਾ ਦੀ ਗੱਲ ਹੈ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਕਾਨੂੰਨ ਤੇ ਵਿਵਸਥਾ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰਾਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਲਗਭਗ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਅਨੇਕਾਂ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਗੈਂਗਸਟਰ ਕਾਬੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਨਮਾਨ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀ ਅਜਾਰੇਦਾਰੀ ਨੂੰ ਖਤਮ ਕਰ ਦਿੱਤਾ ਹੈ ਅਤੇ ਹੁਣ ਪੰਜਾਬ ਦੀਆਂ ਸਰਕਾਰੀ ਬੱਸਾਂ ਪੰਜਾਬ ਤੋਂ ਸਿੱਧੀਆਂ ਦਿੱਲੀ ਕੌਮਾਂਤਰੀ ਏਅਰਪੋਰਟ ਲਈ ਜਾਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਨ੍ਹਾਂ ਦਾ ਕਿਰਾਇਆ ਵੀ ਪ੍ਰਾਈਵੇਟ ਬੱਸਾਂ ਨਾਲੋਂ ਕਾਫ਼ੀ ਘੱਟ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖੱਜਲ ਖੁਆਰੀ ਤੋਂ ਰਾਹਤ ਦਿਵਾਉਣ ਲਈ ਮੋਟਰ ਵਹੀਕਲ ਡੀਲਰਾਂ ਨੂੰ ਨਵੇਂ ਵਾਹਨ ਦੀ ਮੌਕੇ ’ਤੇ ਰਜਿਸਟ੍ਰੇਸ਼ਨ ਲਈ ਪ੍ਰਵਾਨਗੀ ਦੇਣ ਵਾਲੀ ਅਥਾਰਟੀ ਵਜੋਂ ਅਧਿਕਾਰਤ ਕੀਤਾ ਗਿਆ ਹੈ।
ਜ਼ਿਲੇ ਸੰਗਰੂਰ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਮਸਤੂਆਣਾ ਸਾਹਿਬ ਵਿਖੇ 25 ਏਕੜ ਰਕਬੇ ਵਿੱਚ ਕਰੀਬ 345 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦਾ ਪਹਿਲਾ ਅਕਾਦਮਿਕ ਸੈਸ਼ਨ ਇੱਕ ਅਪ੍ਰੈਲ 2023 ਤੋਂ ਸ਼ੁਰੂ ਕੀਤਾ ਜਾਵੇਗਾ। ਇਸੇ ਤਰ੍ਹਾਂ ਸੰਗਰੂਰ ਦੇ ਮੌਜੂਦਾ ਸਿਵਲ ਹਸਪਤਾਲ ਨੂੰ 220 ਬਿਸਤਰਿਆਂ ਤੋਂ ਅਪਗ੍ਰੇਡ ਕਰਕੇ 360 ਬਿਸਤਰਿਆਂ ਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਫ਼ ਸੁਥਰੀ ਊਰਜਾ ਦੀ ਦਿਸ਼ਾ ਵਿੱਚ ਠੋਸ ਕਦਮ ਪੁੱਟਦਿਆਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਭੁਟਾਲ ਕਲਾਂ ਵਿਖੇ ਏਸ਼ੀਆ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ ਗੈਸ ਪਲਾਂਟ ਕਾਰਜਸ਼ੀਲ ਹੋ ਗਿਆ ਹੈ। ਜ਼ਿਲ੍ਹਾ ਸੰਗਰੂਰ ਵਿਖੇ ਸੈਂਟਰ ਫਾਰ ਐਕਸੀਲੈਂਸ ਫਾਰ ਓਨੀਅਨ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਪਿਆਜ਼ ਦੀ ਖੇਤੀ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਭੁੱਲਰ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੀ ਸੌਂਪੇ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ 16 ਅਗਸਤ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਸਕੂਲਾਂ ਵਲੋਂ ਆਜ਼ਾਦੀ ਸਮਾਗਮ ਵਿੱਚ ਹਿੱਸਾ ਲਿਆ ਗਿਆ। ਉਨ੍ਹਾਂ ਸਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਟੀਮ ਪੱਧਰ ’ਤੇ 1100-1100 ਰੁਪਏ ਦੀ ਨਗਦ ਰਾਸ਼ੀ ਵੀ ਮੌਕੇ ’ਤੇ ਹੀ ਪ੍ਰਦਾਨ ਕੀਤੀ। ਕੈਬਨਿਟ ਮੰਤਰੀ ਵੱਲੋਂ ਮੁਰਾਹ ਬਫੈਲੋ ਪ੍ਰਾਜੈਕਟ ਸਕੀਮ ਅਧੀਨ ਪੰਜ ਪਸ਼ੂ ਪਾਲਕਾਂ ਨੂੰ ਚੈਕ ਵੰਡੇ ਗਏ। ਉਨ੍ਹਾਂ ਨੇ ਨਵੇਂ ਬੁਢਾਪਾ ਪੈਨਸ਼ਨਰਾਂ, ਦਿਵਿਆਂਗ ਵੋਟਰਾਂ, ਸਵੈ ਸਹਾਇਤਾ ਸਮੂਹਾਂ, ਮਗਨਰੇਗਾ ਦੇ ਜੋਬ ਕਾਰਡ ਹੋਲਡਰਾਂ ਨੂੰ ਵੀ ਸਨਮਾਨਿਤ ਕੀਤਾ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ ਵਿਖੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸੰਗਰੂਰ ਦੇ ਲੋਕਾਂ ਨੂੰ ਚਾਰ ਆਮ ਆਦਮੀ ਕਲੀਨਿਕ ਕੀਤੇ ਸਮਰਪਿਤ
ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਜ਼ਿਲ੍ਹੇ ਵਿੱਚ ਚਾਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚੋਂ ਦੋ ਕਲੀਨਿਕ ਸੰਗਰੂਰ ਸ਼ਹਿਰ ਵਿੱਚ, ਇੱਕ-ਇੱਕ ਭਵਾਨੀਗੜ੍ਹ ਅਤੇ ਧੂਰੀ ਵਿੱਚ ਹਨ।ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਪਹਿਲੇ ਪੜਾਅ ਤਹਿਤ ਸੂਬੇ ਵਿੱਚ ਕੁੱਲ 75 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਸਾਰੇ ਕਲੀਨਿਕ ਲੋਕਾਂ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣਗੇ।ਇਸ ਮੌਕੇ ਵਿਧਾਇਕਾ ਸੰਗਰੂਰ ਬੀਬਾ ਨਰਿੰਦਰ ਕੌਰ ਭਰਾਜ, ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ, ਸੀਨੀਅਰ ਆਗੂ ਗੁਰਮੇਲ ਸਿੰਘ ਘਰਾਚੋਂ, ਜ਼ਿਲਾ ਤੇ ਸੈਸ਼ਨ ਜੱਜ ਰਜਿੰਦਰ ਸਿੰਘ ਰਾਏ ਸਮੇਤ ਹੋਰ ਜੱਜ ਸਾਹਿਬਾਨ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ ਵਿਕਾਸ ਵਰਜੀਤ ਵਾਲੀਆ, ਏ.ਡੀ.ਸੀ ਸ਼ਹਿਰੀ ਵਿਕਾਸ ਲਤੀਫ਼ ਅਹਿਮਦ, ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਸਮੇਤ ਕਈ ਅਧਿਕਾਰੀ ਹਾਜ਼ਰ ਸਨ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਆਜ਼ਾਦੀ ਦਿਹਾੜੇ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਇਆ
ਮਾਨ ਸਰਕਾਰ “ਰੰਗਲਾ ਪੰਜਾਬ” ਬਣਾਉਣ ਲਈ ਦਿਨ-ਰਾਤ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ: ਅਮਨ ਅਰੋੜਾ
ਪਿੰਡ ਛਲੇੜੀ ਖੁਰਦ ਵਿਖੇ “ਆਮ ਆਦਮੀ ਕਲੀਨਿਕ” ਕੀਤਾ ਲੋਕਾਂ ਨੂੰ ਸਮਰਪਿਤ
ਪੰਜਾਬੀ ਖ਼ਬਰਸਾਰ ਬਿਉਰੋ
ਫ਼ਤਹਿਗੜ੍ਹ ਸਾਹਿਬ, 15 ਅਗਸਤ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ।ਸ੍ਰੀ ਅਮਨ ਅਰੋੜਾ ਨੇ ਇਸ ਪਵਿੱਤਰ ਦਿਹਾੜੇ ਮੌਕੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿਨ-ਰਾਤ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਜਲਦੀ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ।
ਸਮਾਗਮ ਉਪਰੰਤ ਜ਼ਿਲ੍ਹੇ ਦੇ ਪਿੰਡ ਛਲੇੜੀ ਖੁਰਦ ਵਿਖੇ “ਆਮ ਆਦਮੀ ਕਲੀਨਿਕ” ਦਾ ਉਦਘਾਟਨ ਕਰਨ ਉਪਰੰਤ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਆਜ਼ਾਦੀ ਦਿਹਾੜੇ ਮੌਕੇ 75 “ਆਮ ਆਦਮੀ ਕਲੀਨਿਕ” ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਸਾਰੇ ਕਲੀਨਿਕ ਅੱਜ ਤੋਂ ਸੇਵਾਵਾਂ ਪ੍ਰਦਾਨ ਕਰਨੀਆਂ ਸ਼ੁਰੂ ਕਰ ਦੇਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਿੰਨ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਵੀ ਅਪਗ੍ਰੇਡ ਕਰੇਗੀ ਤਾਂ ਜੋ ਲੋਕਾਂ ਨੂੰ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਸਿਹਤ ਸੇਵਾਵਾਂ ਮਿਲ ਸਕਣ।
ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਦੇਸ਼ ਦੀ ਰੱਖਿਆ ਲਈ ਵੱਖ-ਵੱਖ ਅਪਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਆਸ਼ਰਿਤਾਂ ਨੂੰ ਸੂਬਾ ਸਰਕਾਰ ਵੱਲੋਂ ਇਹ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਮਾਨ ਸਰਕਾਰ ਸੂਬੇ ਨੂੰ ਗੈਂਗਸਟਰਾਂ, ਨਸ਼ਿਆਂ ਅਤੇ ਰੇਤ ਮਾਫੀਆ ਤੋਂ ਮੁਕਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਰਾਜ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਹੈ। ਪਿਛਲੇ ਕੁਝ ਮਹੀਨਿਆਂ ਦੌਰਾਨ ਬਹੁਤ ਸਾਰੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ/ਢੇਰ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਪ੍ਰੇਰਿਤ ਕਰਨ ਲਈ ਮਾਨ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਹਰੇਕ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਕਿਸਾਨਾਂ ਤੋਂ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਮੂੰਗੀ ਖਰੀਦੀ ਜਾ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਸੂਬਾ ਸਰਕਾਰ ਨੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਝੋਨੇ ਜਾਂ ਕਣਕ ਤੋਂ ਇਲਾਵਾ ਕੋਈ ਹੋਰ ਫ਼ਸਲ ਖ਼ਰੀਦੀ ਹੈ।ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਆਪਣਾ ਵਾਅਦਾ ਵੀ ਪੂਰਾ ਕਰ ਦਿੱਤਾ ਹੈ। ਇਸ ਸਾਲ ਪਹਿਲੀ ਜੁਲਾਈ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਮਿਲ ਰਹੀ ਹੈ।
ਕੈਬਨਿਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੰਡੇ ਗਏ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ, ਡੀ.ਆਈ.ਜੀ. ਰੂਪਨਗਰ ਰੇਂਜ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਜੈ ਸਿੰਘ ਲਿਬੜਾ ਹਾਜ਼ਰ ਸਨ।
ਆਪਣੇ ਮਿੱਤਰਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੀ ਥਾਂ ਜੇਕਰ ਲੋਕਾਂ ਦੀ ਭਲਾਈ ‘ਤੇ ਖਰਚੇ ਜਾਣ ਤਾਂ ਕਿਤੇ ਚੰਗਾ ਹੋਵੇਗਾ – ਮੁੱਖ ਮੰਤਰੀ ਦੀ ਮੋਦੀ ਨੂੰ ਵੰਗਾਰ
ਸੂਬੇ ਦੀ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ
ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਈਸੜੂ (ਲੁਧਿਆਣਾ), 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੰਗਾਰਦਿਆਂ ਕਿਹਾ ਕਿ ਕਰਦਾਤਾਵਾਂ ਦੇ ਕਰੋੜਾਂ ਰੁਪਏ ਆਪਣੇ ਦੋਸਤਾਂ ਤੇ ਨਜ਼ਦੀਕੀਆਂ ਨੂੰ ਤੋਹਫਿਆਂ ਦੇ ਰੂਪ ਵਿੱਚ ਦੇਣ ਦੀ ਬਜਾਏ ਜੇਕਰ ਇਹੀ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚਿਆ ਜਾਵੇ ਤਾਂ ਇਸ ਨਾਲੋਂ ਕਿਤੇ ਬਿਰਤਰ ਹੋਵੇਗਾ।ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਸਮਝਦਾਰੀ ਨਾਲ ਵਰਤ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਰਕਾਰੀ ਖਜ਼ਾਨੇ ਦਾ ਸਾਰਾ ਪੈਸਾ ਦਿਨ-ਦਿਹਾੜੇ ਆਪਣੇ ਦੋਸਤਾਂ ਅਤੇ ਕਰੀਬੀਆਂ ਨੂੰ ਲੁਟਾ ਰਹੀ ਹੈ ਅਤੇ ਇਨ੍ਹਾਂ ਵਿੱਚੋਂ ਕਈ ਬੈਂਕਾਂ ਨਾਲ ਲੱਖਾਂ ਕਰੋੜ ਰੁਪਏ ਦੀ ਠੱਗੀ ਮਾਰ ਕੇ ਦੇਸ਼ ‘ਚੋਂ ਫਰਾਰ ਹੋ ਗਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਹਰ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਸਿਰਫ਼ ਇੱਕ ਜੁਮਲਾ ਸੀ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸੇ ਵੀ ਕੀਮਤ ‘ਤੇ ਸੂਬੇ ਦੀ ਅਮਨ-ਸ਼ਾਂਤੀ ਭੰਗ ਨਾ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੀਤੀ ਆਯੋਗ ਦੀ ਹਾਲ ਹੀ ਵਿੱਚ ਸਮਾਪਤ ਹੋਈ ਮੀਟਿੰਗ ਵਿੱਚ ਪਾਣੀ ਦੇ ਡਿੱਗਦੇ ਪੱਧਰ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਪਾਣੀ, ਜੋ ਕਿ ਪੰਜਾਬ ਦਾ ਇਕਲੌਤਾ ਕੀਮਤੀ ਕੁਦਰਤੀ ਸਰੋਤ ਹੈ, ਨੂੰ ਬਚਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਥੋਂ ਤੱਕ ਪਾਣੀ ਦੇ ਪੱਧਰ ਦਾ ਸਵਾਲ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਹੈਰਾਨੀ ਹੁੰਦੀ ਹੈ ਕਿ ਜੋ ਹਾਈ ਪਾਵਰ ਮੋਟਰਾਂ ਦੁਬਈ ਅਤੇ ਹੋਰ ਅਰਬ ਮੁਲਕਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ, ਉਹੀ ਪਾਵਰ ਦੀਆਂ ਮੋਟਰਾਂ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ‘ਤੇ ਤੁਰੰਤ ਰੋਕ ਲਗਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਲਈ ਤਰਸਣਾ ਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੇ ਪਾਣੀ ਨੂੰ ਬਚਾਇਆ ਜਾ ਸਕੇ।
ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦੇ ਸੰਘਰਸ਼ ਦੇ ਨਾਇਕ ਸਨ। ਉਨ੍ਹਾਂ ਕਿਹਾ ਕਿ ਲੋਕ ਇਸ ਮਹਾਨ ਕੌਮੀ ਨਾਇਕ ਦੇ ਸਦਾ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਜਗ੍ਹਾ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਵਿਧਵਾ ਸ੍ਰੀਮਤੀ ਚਰਨਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ।
ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।ਇਹ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, ਜਿਨ੍ਹਾਂ ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ। ਸੂਬਾ ਪੱਧਰੀ ਸਮਾਰੋਹ ਦੌਰਾਨ ਸਟੇਟ ਐਵਾਰਡ ਹਾਸਲ ਕਰਨ ਵਾਲਿਆਂ ਵਿੱਚ ਉੱਘੇ ਪੱਤਰਕਾਰ, ਸਿੱਖਿਆ ਸ਼ਾਸਤਰੀ ਤੇ ਪਦਮਸ਼੍ਰੀ ਜਗਜੀਤ ਸਿੰਘ ਦਰਦੀ (ਪਟਿਆਲਾ), ਸਮਾਜ ਸੇਵਾ ਤੇ ਆਸਰਾ ਵੈਲਫੇਅਰ ਸੁਸਾਇਟੀ ਦੇ ਮੁਖੀ ਰਮੇਸ਼ ਕੁਮਾਰ ਮਹਿਤਾ (ਬਠਿੰਡਾ), ਉੱਘੀ ਥੀਏਟਰ ਸ਼ਖ਼ਸੀਅਤ ਪ੍ਰਾਨ ਸੱਭਰਵਾਲ (ਪਟਿਆਲਾ), ਸੰਗੀਤਕਾਰ ਤੇ ਗਾਇਕ ਹਰਗੁਨ ਕੌਰ (ਅੰਮ੍ਰਿਤਸਰ), ਟਰੈਕਟਰ ਮੈਨੂਫੈਕਚਰਰ ਤੇ ਕਾਰੋਬਾਰੀ ਅਮਰਜੀਤ ਸਿੰਘ (ਪਟਿਆਲਾ), ਸ਼ਾਟ-ਪੁੱਟਰ ਜੈਸਮੀਨ ਕੌਰ ਤੇ ਸੀਨੀਅਰ ਕੰਸਲਟੈਂਟ ਈ-ਗਵਰਨੈਂਸ ਮਿਸ਼ਨ ਟੀਮ (ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ) ਜਸਮਿੰਦਰ ਸਿੰਘ (ਮੋਹਾਲੀ) ਸ਼ਾਮਲ ਹਨ।






