ਸੁਖਜਿੰਦਰ ਮਾਨ
ਬਠਿੰਡਾ, 23 ਜੁਲਾਈ: ਨਰਮੇ ‘ਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਲਗਾਤਾਰ ਤਬਾਹੀ ਮਚਾ ਰਹੀ ਹੈ, ਜਿਸ ਕਾਰਨ ਕਿਸਾਨ ਆਪਣੀ ਨਰਮ ਫਸਲ ‘ਤੇ ਹਲ ਚਲਾਉਣ ਲਈ ਮਜਬੂਰ ਹਨ। ਪਿੰਡ ਮੈਨੂਆਣਾ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਵਿਰਕ ਨੇ ਆਪਣੀ ਪੰਜ ਏਕੜ ਨਰਮੇ ਦੀ ਫਸਲ ਵਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦਾ ਵੱਡਾ ਹਮਲਾ ਹੈ ਜਿਸ ਕਾਰਨ ਨਰਮੇ ਦੀ ਫਸਲ ਖਰਾਬ ਹੋ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਉਡੀਕ ਕਰਨ ਦੀ ਗੱਲ ਕਹੀ ਹੈ ਕਿ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦਾ ਹੱਲ ਲੱਭਿਆ ਜਾਵੇਗਾ। ਪਰ ਇਸ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਉਨ੍ਹਾਂ ਦੱਸਿਆ ਕਿ ਹੁਣ ਤਕ ਨਰਮੇ ਦੀ ਫਸਲ ’ਤੇ ਪ੍ਰਤੀ ਏਕੜ 12 ਹਜਾਰ ਰੁਪਏ ਖਰਚ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਨੂੰ ਕਾਬੂ ਕਰਨ ਲਈ ਕਈ ਵਾਰ ਕੀੜੇਮਾਰ ਦਵਾਈਆਂ ਦਾ ਛਿੜਕਾ ਵੀ ਕਰ ਚੁੱਕੇ ਹਨ ਪਰ ਹਮਲਾ ਘਟ ਨਹੀਂ ਰਿਹਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਖਰਾਬ ਹੋਈ ਨਰਮੇ ਦੀ ਫਸਲ ਦੀ ਜਲਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜਾ ਦੇ ਕੇ ਰਾਹਤ ਦੇਵੇ, ਕਿਉਂਕਿ ਜਮੀਨ ਤਿਆਰ ਕਰਨ ਤੋਂ ਇਲਾਵਾ ਬੀਜ, ਬਿਜਾਈ, ਖੁਰਾਕ, ਸਪਰੇਅ ਆਦਿ ‘ਤੇ ਕਿਸਾਨਾਂ ਵੱਲੋਂ ਹਜਾਰਾਂ ਰੁਪਏ ਖਰਚ ਕੀਤੇ ਗਏ ਹਨ। ਉਸ ਨੇ ਦੱਸਿਆ ਕਿ ਉਸ ਤੋਂ ਇਲਾਵਾ ਪਿੰਡ ਦੇ ਹੋਰ ਵੀ ਕਈ ਕਿਸਾਨ ਆਪਣੀ ਫਸਲ ਵਾਹ ਚੁੱਕੇ ਹਨ।
ਮੈਨੂੰਆਣਾ ਦੇ ਸਾਬਕਾ ਸਰਪੰਚ ਨੇ ਵਾਹਿਆ ਪੰਜ ਏਕੜ ਨਰਮਾ
ਪੰਜਾਬ ਸਰਕਾਰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਹੱਦ 15 ਸਤੰਬਰ ਤੱਕ ਵਧਾਈ
ਵੱਧ ਤੋਂ ਵੱਧ ਕਿਸਾਨਾਂ ਨੂੰ ਸਕੀਮ ਦਾ ਲਾਭ ਪਹੁੰਚਾਉਣ ਲਈ ਚੁੱਕਿਆ ਕਦਮ: ਮੁੱਖ ਮੰਤਰੀ
ਸਕੀਮ ਦੇ 10 ਜੂਨ ਨੂੰ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਤਕਰੀਬਨ 1.28 ਲੱਖ ਕਿਸਾਨਾਂ ਨੇ ਬਚਾਏ 123 ਕਰੋੜ ਰੁਪਏ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 23 ਜੁਲਾਈ: ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਇੱਛੁਕ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਸਵੈ ਇੱਛਾ ਨਾਲ ਲੋਡ ਦਾ ਖੁਲਾਸਾ ਸਕੀਮ (ਵੀ.ਡੀ.ਐਸ.) ਦੀ ਮਿਤੀ 15 ਸਤੰਬਰ ਤੱਕ ਵਧਾ ਦਿੱਤੀ ਹੈ।ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸੂਬੇ ਦੇ ਅੰਨਦਾਤਿਆਂ ਦੀ ਸਹੂਲਤ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 10 ਜੂਨ ਨੂੰ ਵੀ.ਡੀ.ਐਸ. 45 ਦਿਨਾਂ ਲਈ 24 ਜੁਲਾਈ ਤੱਕ ਸ਼ੁਰੂ ਕੀਤੀ ਸੀ, ਜਿਸ ਤਹਿਤ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕੀਤੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਸੂਬੇ ਦੇ 1.28 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ 123 ਕਰੋੜ ਰੁਪਏ ਬਚਾਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਮਿਲੇ ਵੱਡੇ ਹੁੰਗਾਰੇ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਇੱਛੁਕ ਹਨ, ਉਹ ਸਤੰਬਰ ਦੇ ਅੱਧ ਤੱਕ ਬਿਨੈ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਘਟੀਆਂ ਹੋਈਆਂ ਦਰਾਂ ਉਤੇ ਲੋਡ ਵਧਾਉਣ ਲਈ ਬਿਨੈ ਕਰਨ।ਇਸ ਦੌਰਾਨ ਖੇਤੀਬਾੜੀ ਨੂੰ ਲਾਭ ਵਾਲਾ ਕਿੱਤਾ ਬਣਾਉਣ ਦੀ ਸੂਬਾ ਸਰਕਾਰ ਦੀ ਦਿ੍ਰੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਇਸ ਦਿਸ਼ਾ ਵਿੱਚ ਸਹੀ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਰਥਚਾਰਾ ਖੇਤੀਬਾੜੀ ਆਧਾਰਤ ਹੈ ਅਤੇ ਵਸੋਂ ਦਾ ਵੱਡਾ ਹਿੱਸਾ ਖੇਤੀਬਾੜੀ ਉਤੇ ਨਿਰਭਰ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਕਦਮ ਦਾ ਉਦੇਸ਼ ਲਾਗਤਾਂ ਘਟਾ ਕੇ ਕਿਸਾਨਾਂ ਦਾ ਲਾਭ ਵਧਾਉਣਾ ਹੈ।
ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਕਮੇਟੀ ਵਿੱਚ ਪੰਜਾਬ ਨੂੰ ਸ਼ਾਮਲ ਨਾ ਕਰਨਾ ਮੰਦਭਾਗਾ : ਚਮਕੌਰ ਸਿੰਘ ਮਾਨ
ਕੇਂਦਰ ਸਰਕਾਰ ਦਾ ਪੰਜਾਬ ਅਤੇ ਕਿਸਾਨ ਵਿਰੋਧੀ ਇੱਕ ਵਾਰ ਫੇਰ ਚਿਹਰਾ ਹੋਇਆ ਬੇਨਕਾਬ
ਸੁਖਜਿੰਦਰ ਮਾਨ
ਬਠਿੰਡਾ, 23 ਜੁਲਾਈ: ਕੇਂਦਰ ਸਰਕਾਰ ਵੱਲੋਂ ਇਕ ਵਾਰ ਫਿਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ, ਕਿਉਂਕਿ ਐੱਮਐਸਪੀ ਬਾਰੇ ਬਣੀ ਕਮੇਟੀ ਵਿੱਚ ਪੰਜਾਬ ਨੂੰ ਕੋਈ ਨੁਮਾਇੰਦਗੀ ਨਹੀਂ ਦਿੱਤੀ ਗਈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਜ਼ਿਲ੍ਹਾ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਚਮਕੌਰ ਸਿੰਘ ਮਾਨ ਨੇ ਕੀਤਾ ਅਤੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਐੱਮਐੱਸਪੀ ਵਿਚ ਪੰਜਾਬ ਨੂੰ ਯੋਗ ਨੁਮਾਇੰਦਗੀ ਨਾ ਦੇਣ ਕਰਕੇ ਕੇਂਦਰ ਸਰਕਾਰ ਦਾ ਪੰਜਾਬ ਤੇ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਚਮਕੌਰ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਲਾਏ ਧਰਨੇ ਨੂੰ ਚੁਕਵਾਉਣ ਸਮੇ, ਐੱਮਐੱਸਪੀ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਤੇ ਇਹ ਵੀ ਵਾਅਦਾ ਕੀਤਾ ਸੀ ਕਿ ਉਸ ਕਮੇਟੀ ਵਿਚ ਪੰਜਾਬ ਨੂੰ ਯੋਗ ਨੁਮਾਇੰਦਗੀ ਦਿੱਤੀ ਜਾਵੇਗੀ, ਪਰ ਹੁਣ ਬਣਾਈ ਕਮੇਟੀ ਵਿੱਚ ਪੰਜਾਬ ਨੂੰ ਨਜਰਅੰਦਾਜ ਕੀਤਾ ਗਿਆ ਹੈ, ਜਿਸਤੋਂ ਕੇਂਦਰ ਸਰਕਾਰ ਦੀ ਦੋਗਲੀ ਨੀਤੀ ਸਾਹਮਣੇ ਆਉਂਦੀ ਹੈ ,ਜਿਸ ਦਾ ਸ਼੍ਰੋਮਣੀ ਅਕਾਲੀ ਦਲ ਡਟਵਾਂ ਵਿਰੋਧ ਕਰਦਾ ਹੈ ।ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਡਾ ਹਿੱਸਾ ਪੰਜਾਬ ਦੇ ਕਿਸਾਨਾਂ ਦਾ ਅਤੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ ਪੰਜਾਬ ਦੇ ਨੌਜਵਾਨਾਂ ਦੀਆਂ ਹਨ ਪਰ ਹਮੇਸ਼ਾਂ ਹੀ ਪੰਜਾਬ ਨਾਲ ਵਿਤਕਰੇਬਾਜ਼ੀ ਕੀਤੀ ਜਾਂਦੀ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਐੱਮਐੱਸਪੀ ਕਮੇਟੀ ਵਿੱਚ ਪੰਜਾਬ ਦਾ ਬਣਦਾ ਹੱਕ ਬਹਾਲ ਨਾ ਕੀਤਾ ਤਾਂ ਉਸ ਦਾ ਖਮਿਆਜ਼ਾ ਸਰਕਾਰ ਨੂੰ ਆਉਂਦੇ ਸਮੇਂ ਵਿੱਚ ਭੁਗਤਣਾ ਪਵੇਗਾ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਦੇ ਇਸ ਫੈਸਲੇ ਖ?ਿਲਾਫ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖਡ੍ਹੀ ਹੈ ਅਤੇ ਹਰ ਸੰਘਰਸ਼ ਵਿੱਚ ਭਰਪੂਰ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਐੱਮਐੱਸਪੀ ਕਮੇਟੀ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਮਾਹਰਾਂ ਨੂੰ ਬਣਦਾ ਸਨਮਾਨ ਦੇਣਾ ਯਕੀਨੀ ਬਣਾਵੇ ਅਤੇ ਮੂੰਗੀ ਤੇ ਨਰਮੇ ਦੀਆਂ ਮੀਂਹ ਕਰਕੇ ਨੁਕਸਾਨੀਆਂ ਫਸਲਾਂ ਦਾ ਪੰਜਾਬ ਸਰਕਾਰ ਮੁਆਵਜਾ ਦੇਣਾ ਵੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਸੁਖਦੇਵ ਸਿੰਘ ਗੁਰਥਡੀ, ਬਲਜਿੰਦਰ ਸਿੰਘ ਬਿੰਦਰ, ਜਲੰਧਰ ਸਿੰਘ (ਸਾਰੇ ਸਰਕਲ ਪ੍ਰਧਾਨ), ਰਾਜਿੰਦਰ ਸਿੰਘ ਰਾਜੂ ਪਰਿੰਦਾ ਸੀਨੀਅਰ ਮੀਤ ਪ੍ਰਧਾਨ ਬਠਿੰਡਾ, ਰਾਕੇਸ਼ ਕੁਮਾਰ ਕਾਕਾ ਮੀਤ ਪ੍ਰਧਾਨ , ਦਰਸ਼ਨ ਸਿੰਘ ਰੋਮਾਣਾ ਸਾਬਕਾ ਐਮ ਸੀ, ਜਗਦੀਪ ਸਿੰਘ ਗਹਿਰੀ ਸੀਨੀਅਰ ਆਗੂ ,ਇਕਬਾਲ ਸਿੰਘ ਮਿਠੜੀ, ਡਾ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ ।
ਰਾਜਨੀਤੀ ਵਿੱਚ ਆ ਰਹੀ ਗਿਰਾਵਟ ਅਤੇ ਨਿਘਾਰ ਇੱਕ ਚਿੰਤਾਂ ਦਾ ਵਿਸ਼ਾ ਡਾ.ਸੰਦੀਪ ਘੰਡ
ਰਾਜਨੀਤੀ ਵਿੱਚ ਆਈ ਗਿਰਾਵਟ ਨੂੰ ਦੂਰ ਕਰਨ ਵਿੱਚ ਨੋਜਵਾਨ ਅੱਗੇ ਆਉਣ -ਹਰਿੰਦਰ ਮਾਨਸ਼ਾਹੀਆ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 23 ਜੁਲਾਈ: ਰਾਜਨੀਤੀ ਵਿੱਚ ਆ ਰਿਹਾ ਨਿਘਾਰ ਅਤੇ ਰਾਜਨੀਤਕ ਲੋਕਾਂ ਵੱਲੋਂ ਧਰਮ ਦੀ ਆੜ ਵਿੱਚ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਅੱਜ ਦੇ ਦਿਨ ਇੱਕ ਚਿੰਤਾਂ ਦਾ ਵਿਸ਼ਾ ਹੈ ਇਸ ਗੱਲ ਦਾ ਪ੍ਰਗਟਾਵਾ ਉਘੇ ਸਮਾਜ ਸੇਵੀ ਅਤੇ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਲੇਖਾ ਅਤੇ ਪ੍ਰਗਰਾਮ ਅਫਸਰ ਡਾ, ਸੰਦੀਪ ਘੰਡ ਨੇ ਪਿੰਡ ਖਿਆਲਾ ਕਲਾਂ ਦੇ ਵਿੱਚ ਸ਼੍ਰੀ ਬਲਵੰਤ ਖੇੜਾ ਬਜਰੁਗ ਸਮਾਜਵਾਦੀ ਆਗੂ ਦੀ ਪ੍ਰਰੇਨਾ ਅਤੇ ਅਗਵਾਈ ਹੇਠ ਬਣ ਰਹੀ ਡਾਕੂਮੈਟਰੀ ਫਿਲਮ ਉੜਕ ਸੱਚ ਕਹੀ ਦਾ ਮਹੂਰਤ ਕਰਿਦਆਂ ਕੀਤਾ।ਉਹਨਾਂ ਕਿਹਾ ਕਿ ਕਲਾ ਇੱਕ ਅਜਿਹਾ ਜਰੀਆ ਹੈ ਜਿਸ ਰਾਂਹੀ ਅਸੀ ਲੋਕਾਂ ਨੂੰ ਸਮਾਜ ਵਿੱਚ ਵਾਪਰ ਰਹੀਆਂ ਸਮਾਜਿਕ ਬੁਰਾਈਆਂ ਬਾਰੇ ਜਾਗਰੂਕ ਕਰ ਸਕਦੇ ਹਾਂ।
ਸਮਾਜਵਾਦੀ ਆਗੂ ਅਤੇ ਸੋਸ਼ਲਿਸਟ ਪਾਰਟੀ ਦੇ ਕੋਮੀ ਜਨਰਲ ਸਕੱਤਰ ਹਰਿੰਦਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਫਿਲਮ ਦੀ ਸੂਟਿੰਗ ਦਿੱਲੀ,ਚੰਡੀਗੜ ਅਤੇ ਪੰਜਾਬ ਦੇ ਹੋਰ ਹਿਸਿੱਆਂ ਵਿੱਚ ਕੀਤੀ ਗਈ ਹੈ ਅਤੇ ਹੁਣ ਆਖਰੀ ਪੜਾਅ ਇਸ ਨੂੰ ਖਿਆਲਾਂ ਕਲਾਂ ਦੇ ਗੁਰੂਦੁਆਰਾ ਬੇਰੀ ਸਾਹਿਬ ਵਿੱਚ ਅਤੇ ਇਸ ਦੇ ਆਸਪਾਸ ਫਿਲਮਾਆ ਗਿਆ ਹੈ ਅਤੇ ਜਲਦੀ ਹੀ ਇਸ ਨੂੰ ਵਿਸ਼ਵ ਪੱਧਰ ਤੇ ਇੱਕੋ ਸਮੇਂ ਰਲੀਜ ਕੀਤਾ ਜਾਵੇਗਾ।ਮਾਨਸ਼ਾਹੀਆ ਨੇ ਦੱਸਿਆ ਕਿ ਇਸ ਡਾਕੂਮੇਟਰੀ ਫਿਲਮ ਵਿੱਚ ਸਾਫ ਸੁੱਥਰੇ ਰਜਨੀਤੀ ਲੋਕਾਂ ਦੇ ਵਿਚਾਰਾਂ ਨੂੰ ਵੀ ਲਿਆ ਗਿਆ ਹੈ।ਉਹਨਾਂ ਇਹ ਵੀ ਕਿਹਾ ਕਿ ਰਾਜਨੀਤੀ ਵਿੱਚ ਆਈ ਗਿਰਾਵਟ ਨੂੰ ਦੂਰ ਕਰਨ ਵਿੱਚ ਨੋਜਵਾਨ ਆਪਣੀ ਚੰਗੀ ਭੂਮਿਕਾ ਅਦਾ ਕਰ ਸਕਦਾ ਹੈ।
ਫਿਲਮ ਨਿਰਦੇਸ਼ਕ ਤੇ ਕੈਮਰਾਮੈਨ ਕੁਲਦੀਪ ਪ੍ਰਮਾਰ ਦੀ ਨਿਰਦੇਸ਼ਨਾ ਅਤੇ ਦੇਖਰੇਖ ਹੇਠ ਬਣ ਰਹੀ ਇਸ ਫਿਲਮ ਮਾਨਸਾ ਦੇ ਮਸ਼ਹੂਰ ਕਲਾਕਾਰ ਭੋਲਾ ਕੁਲਿਹਰੀ ਤੋ ਇਲਾਵਾ ਬਲਰਾਜ ਮਾਨ,ਮੈਡਮ ਧਰਮਿੰਦਰ ਮਾਨ,ਜਸਵੀਰ ਕੌਰ ਵਿਰਦੀ,ਕਮਲ,ਨਵਦੀਪ ਨਵੇ ਆਦਿ ਨੇ ਮੁੱਖ ਭੁਮਿਕਾ ਅਦਾ ਕੀਤੀ ਹੈ।ਇਸ ਤੋਂ ਇਲਾਵਾ ਅੱਜ ਫਿਲਮਾਏ ਗਏ ਸੀਨਾਂ ਵਿੱਚ ਖਿਆਲਾਂ ਕਲਾਂ ਦੇ ਲੋਕਾਂ ਨੇ ਵੀ ਭਾਗ ਲਿਆ।ਇਸ ਮੋਕੇ ਹੋਰਨਾਂ ਤੋਂ ਇਲਾਵਾ ਅੱਜ ਦੀ ਸੂਟਿੰਗ ਦੌਰਾਨ ਕਰਨਲ ਮਨਜਿੰਦਰ ਸਿੰਘ ਟੀਵਾਨਾ,ਮਾਸਟਰ ਗੁਰਦੇਵ ਸਿੰਘ,ਬਲਰਾਜ ਮਾਨ ਅਤੇ ਸਮੂਹ ਪ੍ਰਬੰਧਕੀ ਟੀਮ ਗੁਰੂਦੁਆਰਾ ਸ੍ਰੀ ਬੇਰੀ ਸਾਹਿਬ ਨੇ ਆਪਣੀਆ ਸੇਵਾਵਾ ਨਿਰਸਰਵਾਤਾ ਕੀਤੀ ਤੇ ਉਹਨਾ ਨੇ ਖੁਸੀ ਦਾ ਪ੍ਰਗਟਵਾ ਕਰਦਿਆ ਕਿਹਾ ਕਿ ਉਹਨੂੰ ਨੂ ਖੁਸੀ ਹੈ ਉੁਹ ਇਹ ਇਤਿਹਾਸਕ ਫਿਲਮ ਦਾ ਹਿੱਸਾ ਬਣੇ ਹਨ।
ਪੰਜਾਬ ਪੁਲਿਸ ਵੱਲੋਂ ਉੱਤਰ ਪ੍ਰਦਸ਼ੇ ਤੋਂ ਚੱਲ ਰਹੇ ਅੰਤਰ-ਰਾਜੀ ਡਰੱਗ ਕਾਰਟਲ ਦਾ ਪਰਦਾਫਾਸ
ਮੁੱਖ ਸਪਲਾਇਰ ਨੂੰ 7 ਲੱਖ ਤੋਂ ਵੱਧ ਫਾਰਮਾ ਓਪੀਆਇਡਜ ਅਤੇ ਟੀਕੇ ਰਾਹੀਂ ਵਰਤੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗਿ੍ਰਫਤਾਰ
ਲੋਮੋਟਿਲ ਦੀਆਂ 4.98 ਲੱਖ ਗੋਲੀਆਂ, ਅਲਪ੍ਰਾਜੋਲਮ ਦੀਆਂ 97200 ਗੋਲੀਆਂ, 75,840 ਪ੍ਰੋਕਸੀਵੋਨ ਕੈਪਸੂਲ , ਏਵਲ ਦੇ 21600 ਵਾਇਲਜ਼, ਬੁਪ੍ਰੇਨੋਰਫੀਨ ਦੇ 16725 ਟੀਕੇ ਕੀਤੇ ਬਰਾਮਦ : ਡੀ.ਆਈ.ਜੀ. ਰੋਪੜ ਰੇਂਜ
ਪੰਜਾਬੀ ਖ਼ਬਰਸਾਰ ਬਿਉਰੋ
ਫਤਿਹਗੜ ਸਾਹਿਬ, 23 ਜੁਲਾਈ: ਇੱਕ ਵੱਡੀ ਕਾਰਵਾਈ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਇੱਕ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੁੱਖ ਸਪਲਾਇਰ ਨੂੰ ਵੀ ਗਿ੍ਰਫਤਾਰ ਕੀਤਾ ਹੈ ਜਿਸ ਦੀ ਪਛਾਣ ਆਸ਼ੀਸ਼ ਵਿਸ਼ਕਰਮਾ ਵਜੋਂ ਹੋਈ ਹੈ, ਜੋ ਕਿ ਸਹਾਰਨਪੁਰ, ਯੂਪੀ ਵਿੱਚ ਆਈ.ਟੀ.ਸੀ. ਨੇੜੇ ਖਾਲਾਸੀ ਲਾਈਨ ਦਾ ਰਹਿਣ ਵਾਲਾ ਹੈ। ਦੋਸ਼ੀ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਕੁਝ ਜ਼ਿਲਿਆਂ ਜਿਨਾਂ ਵਿੱਚ ਫਤਹਿਗੜ ਸਾਹਿਬ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਰੂਪਨਗਰ, ਪਟਿਆਲਾ ਅਤੇ ਲੁਧਿਆਣਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਕਰ ਰਿਹਾ ਸੀ ।ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ 4.98 ਲੱਖ ਲੋਮੋਟਿਲ ਗੋਲੀਆਂ, 97200 ਗੋਲੀਆਂ ਅਲਪ੍ਰਾਜੋਲਮ, 75,840 ਪ੍ਰੋਕਸੀਵੋਨ ਕੈਪਸੂਲ, 21600 ਵਾਇਲਜ਼ ਏਵਲ, 16600 ਇੰਜੈਕਸ਼ਨ ਬੁਪ੍ਰੇਨੋਰਫੀਨ , 550 ਟ੍ਰਾਮਾਡੋਲ ਦੀਆਂ ਗੋਲੀਆਂ ਬਰਾਮਦ ਕੀਤੀਆਂ ।ਦੱਸਣਯੋਗ ਹੈ ਕਿ ਚਮਕੌਰ ਸਾਹਿਬ ਦੇ ਰਹਿਣ ਵਾਲੇ ਦੋ ਵਿਅਕਤੀਆਂ ਸੁਖਵਿੰਦਰ ਸਿੰਘ ਉਰਫ ਕਾਲਾ ਅਤੇ ਹਰਜਸਪ੍ਰੀਤ ਸਿੰਘ ਉਰਫ ਜੱਸਾ ਵਜੋਂ ਪਛਾਣੇ ਗਏ ਵਿਅਕਤੀਆਂ ਪਾਸੋਂ ਬੁਪਰੇਨੋਰਫਾਈਨ ਦੇ 175 ਟੀਕੇ ਅਤੇ ਏਵਲ ਦੀਆਂ 175 ਵਾਇਲਜ਼ ਬਰਾਮਦ ਕੀਤੇ ਗਏ ਸਨ। ਇਸ ਤੋਂ ਬਾਅਦ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀ.ਆਈ.ਏ.) ਸਰਹਿੰਦ ਦੀਆਂ ਪੁਲਿਸ ਟੀਮਾਂ ਨੇ ਉਕਤ ਕੇਸ ਦੀ ਤਫਤੀਸ਼ ਦੇ ਹਿੱਸੇ ਵਜੋਂ 14 ਜੁਲਾਈ 2022 ਨੂੰ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਉੱਤਰ ਪ੍ਰਦੇਸ਼ ਪੁਲਿਸ ਦੀ ਮੌਜੂਦਗੀ ਵਿੱਚ ਸਟੋਰੇਜ ਗੋਦਾਮ ‘ਤੇ ਛਾਪੇਮਾਰੀ ਕੀਤੀ ।
ਫਤਹਿਗੜ ਸਾਹਿਬ ਦੇ ਐਸ.ਐਸ.ਪੀ. ਡਾਕਟਰ ਰਵਜੋਤ ਗਰੇਵਾਲ ਨੇ ਦੱਸਿਆ ਕਿ ਗਿ੍ਰਫਤਾਰ ਵਿਅਕਤੀ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਗਿਆ ਹੈ। ਉਨਾਂ ਕਿਹਾ ਕਿ ਡੀਐਸਪੀ ਇਨਵੈਸਟੀਗੇਸ਼ਨ ਜਸਪਿੰਦਰ ਸਿੰਘ ਗਿੱਲ ਅਤੇ ਡੀਐਸਪੀ ਬੱਸੀ ਪਠਾਣਾ ਅੰਮਿ੍ਰਤਪਾਲ ਸਿੰਘ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਉਨਾਂ ਕਿਹਾ ਕਿ ਐਫ.ਆਈ.ਆਰ ਨੰ. 79 ਐਨ.ਡੀ.ਪੀ.ਐਸ. ਐਕਟ ਦੀ ਧਾਰਾ 22ਸੀ-61-85 ਤਹਿਤ ਥਾਣਾ ਬਡਾਲੀ ਆਲਾ ਸਿੰਘ ਫਤਹਿਗੜ ਸਾਹਿਬ ਵਿਖੇ ਪਹਿਲਾਂ ਹੀ ਦਰਜ ਕੀਤੀ ਗਈ ਸੀ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਜ਼ਿਕਰਯੋਗ ਹੈ ਕਿ ਮੁਲਜਮ ਜ਼ਿਲਾ ਫਤਿਹਗੜ ਪੁਲੀਸ ਦੇ ਅਮਲੋਹ, ਸਰਹਿੰਦ, ਬਡਾਲੀ ਆਲਾ ਸਿੰਘ ਅਤੇ ਖਮਾਣੋਂ ਥਾਣਿਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਘੱਟੋ-ਘੱਟ ਚਾਰ ਵਪਾਰਕ ਮਾਮਲਿਆਂ ਵਿੱਚ ਲੋੜੀਂਦਾ ਸੀ।
1 ਅਗਸਤ ਤੋਂ 2 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ ਬਠਿੰਡਾ ਦਿਹਾਤੀ ਓਲੰਪਿਕ ਖੇਡਾਂ : ਵਧੀਕ ਡਿਪਟੀ ਕਮਿਸ਼ਨਰ
ਕਰੀਬ 2400 ਖਿਡਾਰੀ/ਖਿਡਾਰਨਾਂ ਇਨ੍ਹਾਂ ਖੇਡਾਂ ਵਿੱਚ ਕਰਨਗੇ ਸ਼ਮੂਲੀਅਤ
ਜੇਤੂ ਖਿਡਾਰੀਆਂ ਨੂੰ 10 ਲੱਖ ਤੱਕ ਦੇ ਨਕਦ ਇਨਾਮ, ਮੈਡਲ ਅਤੇ ਸਰਟੀਫ਼ਿਕੇਟ ਦਿੱਤੇ ਜਾਣਗੇ
ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਕਰਵਾਏ ਜਾਣਗੇ ਮੁਕਾਬਲੇ
ਸੁਖਜਿੰਦਰ ਮਾਨ
ਬਠਿੰਡਾ, 23 ਜੁਲਾਈ: ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਬਠਿੰਡਾ ਓਲੰਪਿਕ ਐਸੋਸ਼ੀਏਸ਼ਨ ਦੇ ਸਹਿਯੋਗ ਨਾਲ 1 ਅਗਸਤ ਤੋਂ ਲੈ ਕੇ 2 ਅਕਤੂਬਰ ਤੱਕ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਕਰਵਾਈਆਂ ਜਾਣਗੀਆਂ। ਪਿੰਡ, ਬਲਾਕ ਤੇ ਜ਼ਿਲ੍ਹਾ ਪੱਧਰ ਤੇ ਕਰਵਾਈਆਂ ਜਾਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਕਰੀਬ 2400 ਪੇਂਡੂ ਲੜਕੇ-ਲੜਕੀਆਂ ਭਾਗ ਲੈਣਗੇ। ਨਸ਼ਾਮੁਕਤ ਭਾਰਤ ਮੁਹਿੰਮ ਤਹਿਤ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਕੇ ਖੇਡਾਂ ਨਾਲ ਜੋੜਣਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਨੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਖੇਡਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਨੂੰ ਸਫ਼ਲਤਾਪੂਰਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਿੱਖਿਆ ਵਿਭਾਗ, ਪੇਂਡੂ ਪੰਚਾਇਤ ਤੇ ਵਿਕਾਸ ਵਿਭਾਗ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਜਿੰਮੇਵਾਰੀਆਂ ਵੀ ਸੌਂਪੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਇਹ ਖੇਡਾਂ 1 ਅਗਸਤ ਤੋਂ ਲੈਕੇ 14 ਅਗਸਤ ਤੱਕ ਪਿੰਡ ਪੱਧਰ, 16 ਅਗਸਤ ਤੋਂ ਲੈ ਕੇ 31 ਅਗਸਤ ਬਲਾਕ ਪੱਧਰ ਅਤੇ 27 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ ਜ਼ਿਲ੍ਹਾ ਪੱਧਰ ਤੇ ਕਰਵਾਈਆਂ ਜਾਣਗੀਆਂ। ਇਨ੍ਹਾਂ ਪੇਂਡੂ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਐਥਲੈਟਿਕਸ ਤੋਂ ਇਲਾਵਾ ਹਾਕੀ, ਫੁੱਟਬਾਲ, ਵਾਲੀਵਾਲ ਦੇ ਮੁਕਾਬਲੇ ਕਰਵਾਏ ਜਾਣਗੇ।
ਇਨ੍ਹਾਂ ਖੇਡਾਂ ਬਾਰੇ ਹੋਰ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਖੇਡਾਂ ਦੋ ਵਰਗਾਂ (ਲੜਕੇ-ਲੜਕੀਆਂ) ਅੰਡਰ-19 ਅਤੇ ਸੀਨੀਅਰ ਗਰੁੱਪ (19 ਸਾਲ ਤੋਂ ਵੱਧ ਉਮਰ) ਵਿਚਕਾਰ ਕਰਵਾਈਆਂ ਜਾਣਗੀਆਂ। ਇਨ੍ਹਾਂ ਖੇਡਾਂ ਚ 100 ਮੀਟਰ, 200 ਮੀਟਰ, 400 ਮੀਟਰ ਅਤੇ 1500 ਮੀਟਰ ਦੀ ਦੌੜ ਤੋਂ ਇਲਾਵਾ ਡਿਸਕਸ ਥ੍ਰੋ ਅਤੇ ਸ਼ਾਟ ਪੁੱਟ ਤੋਂ ਇਲਾਵਾ ਆਮ ਖੇਡਾਂ ਚ ਹਾਕੀ,ਫੁੱਟਬਾਲ ਅਤੇ ਵਾਲੀਬਾਲ ਦੀਆਂ ਖੇਡਾਂ ਸ਼ਾਮਲ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਹਾਕੀ, ਫੁੱਟਬਾਲ ਅਤੇ ਵਾਲੀਵਾਲ ਚ ਪਹਿਲੇ ਅਤੇ ਦੂਸਰੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 31000 ਅਤੇ 21000 ਰੁਪਏ ਨਕਦ ਇਨਾਮ ਤੋਂ ਇਲਾਵਾ ਟੀਮ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਐਥਲੈਟਿਕਸ ਵਿੱਚ ਜੇਤੂ ਖਿਡਾਰੀਆਂ ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲੇ ਖਿਡਾਰੀ ਨੂੰ 5100 ਰੁਪਏ, ਦੂਜੇ ਸਥਾਨ ਵਾਲੇ ਨੂੰ 3100 ਰੁਪਏ ਅਤੇ ਤੀਜੇ ਸਥਾਨ ਵਾਲੇ ਖਿਡਾਰੀ ਨੂੰ 2100 ਰੁਪਏ ਨਕਦ ਇਲਾਮ ਤੋਂ ਇਲਾਵਾ ਮੈਡਲ ਅਤੇ ਸਰਟੀਫ਼ਿਕੇਟ ਦਿੱਤੇ ਜਾਣਗੇ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨ ਖਿਡਾਰੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕਰਵਾਈਆਂ ਜਾ ਰਹੀਆਂ ਇਨ੍ਹਾਂ ਪੇਂਡੂ ਓਲੰਪਿਕ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ।ਇਸ ਮੌਕੇ ਜ਼ਿਲ੍ਹਾ ਸ਼ਿਕਾਇਤ ਅਫ਼ਸਰ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਮੇਵਾ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ,ਸੁਖਪਾਲ ਸਿੰਘ ਬਰਾੜ ਤੋਂ ਇਲਾਵਾ ਸਿੱਖਿਆ ਅਤੇ ਪੰਚਾਇਤ ਵਿਭਾਗ ਦੇ ਹੋਰ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਹਾਜ਼ਰ ਸਨ।
ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ ਕਾਨੂੰਨੀ ਸਾਖਰਤਾ ਕੈਂਪ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 23 ਜੁਲਾਈ: ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਅਧੀਨ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀਯੂਪੀਬੀ) ਦੇ ਕਾਨੂੰਨ ਵਿਭਾਗ ਅਤੇ ਕਾਨੂੰਨੀ ਸਹਾਇਤਾ ਕੇਂਦਰ ਵੱਲੋਂ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਲੜੀ ਤਹਿਤ ਸਰਕਾਰੀ ਸਕੂਲ ਨੰਦਗੜ੍ਹ ਅਤੇ ਪੰਜਾਬ ਇੰਸਟੀਚਿਊਟ ਆਫ ਟੈਕਨਾਲੋਜੀ, ਨੰਦਗੜ੍ਹ ਵਿਖੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ।ਇਸ ਪ੍ਰੋਗਰਾਮ ਦੌਰਾਨ ਸੀਯੂਪੀਬੀ ਦੇ ਕਾਨੂੰਨ ਵਿਭਾਗ ਦੇ ਫੈਕਲਟੀ, ਖੋਜ ਵਿਦਵਾਨਾਂ ਅਤੇ ਐਲਐਲਐਮ ਦੇ ਵਿਦਿਆਰਥੀਆਂ ਨੇ ਭਾਗੀਦਾਰਾਂ ਨੂੰ ਤੇਜਾਬੀ ਹਮਲੇ, ਔਰਤਾਂ ਨਾਲ ਜਿਨਸੀ ਦੁਰਵਿਵਹਾਰ, ਛੇੜ-ਛਾੜ ਅਤੇ ਔਰਤਾਂ ਵਿਰੁੱਧ ਘਰੇਲੂ ਹਿੰਸਾ ਵਰਗੇ ਅਪਰਾਧਾਂ ਦਾ ਮੁਕਾਬਲਾ ਕਰਨ ਲਈ ਕਾਨੂੰਨੀ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਕਾਨੂੰਨੀ ਸਾਖਰਤਾ ਕੈਂਪ ਦੌਰਾਨ ਸੀਯੂਪੀਬੀ ਦੇ ਕਾਨੂੰਨ ਵਿਭਾਗ ਦੇ ਵਾਲੰਟੀਅਰਾਂ ਆਕਾਂਕਸਾ ਵਰਮਾ, ਮੁਹੰਮਦ ਕੈਫ, ਮੁਕੇਸ ਕੁਮਾਰ ਡੂਡੀ, ਗੁਰਮਨ ਜੀਤ ਕੌਰ, ਸਿਵਾਂਗੀ ਦੱਤ, ਸੋਬੀਆ ਕੋਸਰ, ਜਗਮਨਦੀਪ ਸਿੰਘ, ਗੌਰਵ ਕੁਮਾਰ, ਤਪੇਸ ਮੇਘਵਾਲ, ਸੰਜੀਵ ਕੁਮਾਰ ਅਤੇ ਅਲੋਕ ਕੁਮਾਰ ਕੁਸਵਾਹਾ ਨੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ।ਪ੍ਰੋਗਰਾਮ ਦੇ ਅੰਤ ਵਿੱਚ ਸੀਯੂਪੀਬੀ ਦੇ ਸਕੂਲ ਆਫ ਲੀਗਲ ਸਟਡੀਜ਼ ਦੇ ਡੀਨ ਪ੍ਰੋ. ਤਰੁਣ ਅਰੋੜਾ ਨੇ ਵਿਚੋਲਗੀ ਕੇਂਦਰਾਂ ਅਤੇ ਲੋਕ ਅਦਾਲਤਾਂ ਰਾਹੀਂ ਝਗੜਿਆਂ ਦਾ ਜਲਦੀ ਨਿਪਟਾਰਾ ਕਰਨ ਦੀ ਲੋੜ ‘ਤੇ ਜੋਰ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਲੀਗਲ ਏਡ ਸੈਂਟਰ ਆਉਣ ਵਾਲੇ ਦਿਨਾਂ ਵਿੱਚ ਸੰਵਿਧਾਨ ਸਾਖਰਤਾ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਦੀ ਲੜੀ ਸੁਰੂ ਕਰਨ ਜਾ ਰਿਹਾ ਹੈ।
ਸੇਂਟ ਜ਼ੇਵੀਅਰਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਸੁਖਜਿੰਦਰ ਮਾਨ
ਬਠਿੰਡ, 23 ਜੁਲਾਈ: ਸਥਾਨਕ ਸੇਂਟ ਜ਼ੇਵੀਅਰਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸਕੂਲ ਦੇ ਨਾਂ ਨੂੰ ਹੋਰ ਰੁਸ਼ਨਾ ਦਿੱਤਾ । ਨਤੀਜੇ ਦੀ ਜਾਣਕਾਰੀ ਮਿਲਦਿਆਂ ਹੀ ਵਿਦਿਆਰਥੀ ਸਕੂਲ ਪਹੁੰਚ ਗਏ । ਸਕੂਲ ਦੇ ਬੁਲਾਰੇ ਨੇ ਦਸਿਆ ਕਿ ਕੁੱਲ 301 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਨਤੀਜਾ 100 ਪ੍ਰਤੀਸ਼ਤ ਰਿਹਾ ।ਸਕੂਲ ਦੇ ਫ਼ਾਦਰ ਮੈਨੇਜਰ ਕਿ੍ਰਸਟੋਫ਼ਰ ਮਾਈਕਲ, ਫ਼ਾਦਰ ਪਿ੍ਰੰਸੀਪਲ ਸਿਡਲਾਏ ਫ਼ਰਟਾਡੋ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀੇ । ਇਸ ਦੇ ਨਾਲ ਹੀ ਸਕੂਲ ਦੇ ਕੋਆਡੀਨੇਟਰ ਮੈਡਮ ਅਰਚਨਾ ਰਾਜਪੂਤ ,ਸੁਪਰਵਾਈਜ਼ਰ ਮੈਡਮ ਨੂਪਰ ਨੇ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਲਈ ਸ਼ੱੁਭ-ਕਾਮਨਾਵਾਂ ਦਿੱਤੀਆਂ । ਸਕੂਲ ਦੇ ਵਿਦਿਆਰਥੀਆਂ ਦੀ ਮੈਰਿਟ ਸੂਚੀ ਵਿਚ ਪਰਾਵੀਰ ਸਿੰਘ ਅਤੇ ਸਵਰ (98.40¿), ਅਦਿਤੀ ਸਿੰਘ (98.20¿), ਹਿਮਾਸ਼ੀ ਕਾਂਸਲ (97.60 ¿) ਨੇ ਅੰਕ ਹਾਸਲ ਕੀਤੇ। ਇਸਤੋਂ ਇਲਾਵਾ 23 ਵਿਦਿਆਰਥੀ 95 ਪ੍ਰਤੀਸ਼ਤ ਅਤੇ ਉਸ ਤੋਂ ਉਪਰ ਅਤੇ 90 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਅਤੇ ਉਸ ਤੋ ਉਪਰ ਅੰਕ ਹਾਸਲ ਕੀਤੇ।
ਮਾਨਸਾ ਦੀ ਵੰਦਨੀ ਵਾਧਵਾ ਨੇ 12ਵੀਂ ਜਮਾਤ ਵਿੱਚੋਂ 98.8% ਨੰਬਰ ਹਾਸਲ ਕੀਤੇ
ਸੁਖਜਿੰਦਰ ਮਾਨ
ਮਾਨਸਾ, 23 ਜੁਲਾਈ: ਸਿੰਘਲ ਸਟਾਰਸ ਸਕੂਲ ਮਾਨਸਾ ਦੀ ਵਿਦਿਆਰਥਣ ਵੰਦਨੀ ਵਾਧਵਾ ਨੇ ਬਾਰ੍ਹਵੀਂ ਜਮਾਤ ਦੇ ਹੁਮੇਨਟੀਜ਼ ਵਿਸ਼ੇ ਵਿੱਚ 98.8% ਨੰਬਰ ਹਾਸਲ ਕਰ ਇਹ ਫਿਰ ਸਾਬਤ ਕਰ ਦਿੱਤਾ ਹੈ ਕਿ ਲੜਕੀਆਂ ਅੱਜ ਸਮਾਜ ਦੇ ਹਰ ਖੇਤਰ ਵਿੱਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਦੇ ਰਹੀਆਂ ਹਨ। ਬਠਿੰਡਾ ਜਿਲ੍ਹੇ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦਿਨੇਸ਼ ਕੁਮਾਰ ਵਾਧਵਾ ਦੀ ਇਹ ਹੋਣਹਾਰ ਪੁੱਤਰੀ ਵੰਦਨੀ ਵਾਧਵਾ ਅਪਣੇੇ ਪਿਤਾ ਦੀ ਤਰ੍ਹਾਂ ਜੱਜ ਬਣਨਾ ਚਾਹੁੰਦੀ ਹੈ। ਉਸਦੀ ਦੀ ਮਾਤਾ ਸ੍ਰੀਮਤੀ ਅੰਜਨਾ ਵਾਧਵਾ ਹਾਉਸਮੇਕਰ ਹਨ ਅਤੇ ਵੰਦਨੀ ਦੀ ਇੱਕ ਭੈਣ ਜੋ ਕਿ ਜੇ.ਐਨ.ਡੀ.ਉ ਤੋਂ ਲਾਅ ਕਰ ਰਹੀ ਹੈ ਤੇ ਇੱਕ ਛੋਟਾ ਭਰਾ ਜੋ ਕਿ ਸਕੂਲ ਵਿੱਚ ਪੜ੍ਹਦਾ ਹੈ। ਵੰਦਨੀ ਨੇ ਦੱਸਿਆ ਕਿ ਉਹ ਵੱਡੀ ਹੋ ਕੇ ਆਪਣੇ ਪਿਤਾ ਜੀ ਵਾਂਗ ਜੱਜ ਬਣਨਾ ਚਾਹੁੰਦੀ ਹੈ ਤੇ ਉਸ ਨੂੰ ਸੰਗੀਤ ਸੁਣਨਾ, ਕਿਤਾਬਾਂ ਪੜਨਾਂ ਬਹੁਤ ਪਸੰਦ ਹੈ। ਵੰਦਨੀ ਦੇ ਮਾਤਾ ਪਿਤਾ ਨੇ ਕਿਹਾ ਕਿ ਉਨ੍ਹਾਂ ਦੀ ਧੀ ਨੇ ਉਹਨਾਂ ਦਾ ਨਾਂਅ ਰੌਸ਼ਨ ਕੀਤਾ ਹੈ। ਵੰਦਨੀ ਨੇ ਆਪਣੀ ਇਸ ਕਾਮਯਾਦੀ ਲਈ ਆਪਣੇ ਮਾਤਾ ਪਿਤਾ ਅਤੇ ਆਪਣੇ ਸਕੂਲ ਦਾ ਧੰਨਵਾਦ ਕੀਤਾ।
ਬੀ.ਐਫ.ਜੀ.ਆਈ. ਵਿਖੇ ‘ਅਕੈਡਮਿਕ ਅਚੀਵਰਜ਼ ਐਵਾਰਡ-2022‘ ਦਾ ਸਫਲਤਾਪੂਰਵਕ ਆਯੋਜਨ ਹੋਇਆ
10ਵੀਂ ਅਤੇ 12ਵੀਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ 2300 ਤੋਂ ਵਧੇਰੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
ਸੁਖਜਿੰਦਰ ਮਾਨ
ਬਠਿੰਡਾ , 23 ਜੁਲਾਈ: ਉੱਤਰੀ ਭਾਰਤ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬੀ.ਐਫ.ਜੀ.ਆਈ. ਨੇ ਸਿੱਖਿਆ ਅਤੇ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਪਹਿਲਕਦਮੀ ਕਰਦਿਆਂ ਵਿਲੱਖਣ ਉਪਰਾਲੇ ਕੀਤੇ ਹਨ। ਅਜਿਹੇ ਉਪਰਾਲਿਆਂ ਦੀ ਲੜੀ ਵਿੱਚ ਅਕਾਦਮਿਕ ਤੌਰ ‘ਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਪਰੰਪਰਾ ਨੂੰ ਬਰਕਰਾਰ ਰੱਖਦਿਆਂ ਬੀ.ਐਫ.ਜੀ.ਆਈ. ਵੱਲੋਂ ਸੰਸਥਾ ਵਿਖੇ ‘ਅਕੈਡਮਿਕ ਅਚੀਵਰਜ਼ ਐਵਾਰਡ-2022‘ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਜਿਸ ਵਿੱਚ 10ਵੀਂ ਅਤੇ 12ਵੀਂ ਦੇ ਨਤੀਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਸਮੁੱਚੇ ਇਲਾਕੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸ. ਜਗਰੂਪ ਸਿੰਘ ਗਿੱਲ , ਐਮ.ਐਲ.ਏ. (ਬਠਿੰਡਾ ਸ਼ਹਿਰੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ ਨੇ ਸ਼ਮ੍ਹਾ ਰੌਸ਼ਨ ਕਰ ਕੇ ਇਸ ਸਮਾਗਮ ਦੀ ਸ਼ੁਰੂਆਤ ਕੀਤੀ । ਜ਼ਿਕਰਯੋਗ ਹੈ ਕਿ ਇਸ ਐਵਾਰਡ ਸਮਾਗਮ ਵਿੱਚ ਬਠਿੰਡਾ ਅਤੇ ਨੇੜਲੇ ਵੱਖ-ਵੱਖ ਜ਼ਿਲ੍ਹਿਆਂ ਦੇ 2300 ਤੋਂ ਵਧੇਰੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਲ 2021-22 ਦੌਰਾਨ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਕੈਰੀਅਰ ਗਾਈਡੈਂਸ ਐਂਡ ਕਾਊਸਲਿੰਗ ) ਸ੍ਰੀ ਬੀ.ਡੀ. ਸ਼ਰਮਾ ਨੇ ਇਸ ਸਮਾਗਮ ਵਿੱਚ ਪਹੁੰਚੇ ਮੁੱਖ ਮਹਿਮਾਨ, ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਵੱਖ ਵੱਖ ਸਕੂਲਾਂ ਤੋਂ ਆਏ ਪਿ੍ਰੰਸੀਪਲਾਂ ਅਤੇ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਹਾਸਲ ਕਰਨ ਦੀ ਵਧਾਈ ਦਿੱਤੀ।
ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਦਿਆਂ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਐਂਡ ਕਾਊਸਲਿੰਗ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ । ਡਾ. ਧਾਲੀਵਾਲ ਨੇ ਵਿਦਿਆਰਥੀਆਂ ਨਾਲ ਜ਼ਿੰਦਗੀ ਵਿੱਚ ਕਾਮਯਾਬ ਹੋਣ ਦੇ ਨੁਕਤੇ ਸਾਂਝੇ ਕਰਨ ਦੇ ਨਾਲਨਾਲ ਬੀ.ਐਫ.ਜੀ.ਆਈ. ਦੀਆਂ ਅਹਿਮ ਪ੍ਰਾਪਤੀਆਂ ਬਾਰੇ ਵੀ ਦੱਸਿਆ। ਉਨ੍ਹਾਂ ਨੇ ‘ਅਕੈਡਮਿਕ ਅਚੀਵਰਜ਼ ਐਵਾਰਡ-2022‘ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਵੱਖ ਵੱਖ ਸਕੂਲਾਂ ਤੋਂ ਆਏ ਹੋਏ ਪਿ੍ਰੰਸੀਪਲਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਈ. ਬੋਰਡ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕਰਨ ਲਈ ਅਜਿਹਾ ਸਮਾਗਮ ਕਰਵਾਇਆ ਜਾਵੇਗਾ।
ਮੁੱਖ ਮਹਿਮਾਨ ਸ. ਜਗਰੂਪ ਸਿੰਘ ਗਿੱਲ, ਐਮ.ਐਲ.ਏ. (ਬਠਿੰਡਾ ਸ਼ਹਿਰੀ) ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਇਸ ਸਮਾਗਮ ਵਿੱਚ ਸ. ਗੁਰਮੀਤ ਸਿੰਘ ਮੀਤ ਹੇਅਰ, ਮਾਨਯੋਗ ਕੈਬਨਿਟ ਮੰਤਰੀ, ਪੰਜਾਬ ਸਰਕਾਰ ਨੇ ਆਉਣਾ ਸੀ ਜੋ ਅਚਨਚੇਤ ਕਿਸੇ ਜ਼ਰੂਰੀ ਰੁਝੇਵੇਂ ਕਰ ਕੇ ਪਹੁੰਚ ਨਹੀਂ ਸਕੇ ਪਰ ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ ਅਤੇ ਬੀ.ਐਫ.ਜੀ.ਆਈ. ਸੰਸਥਾ ਲਈ ਆਪਣੀਆਂ ਸ਼ੁੱਭਕਾਮਨਾਵਾਂ ਭੇਜੀਆਂ ਹਨ। ਸ. ਗਿੱਲ ਨੇ ਆਏ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਨਾਲ ਉਹ ਹੋਰ ਵੀ ਵਧੀਆ ਨਤੀਜੇ ਹਾਸਲ ਕਰਨ ਲਈ ਉਤਸ਼ਾਹਿਤ ਹੁੰਦੇ ਹਨ ਅਤੇ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਬਣਦੇ ਹਨ। ਇਸੇ ਉਤਸ਼ਾਹ ਅਤੇ ਪ੍ਰੇਰਨਾ ਸਦਕਾ ਹੀ ਹੋਣਹਾਰ ਵਿਦਿਆਰਥੀ ਆਪਣੇ ਮਾਪਿਆਂ, ਸਕੂਲ ਅਤੇ ਦੇਸ਼ ਦਾ ਨਾਂ ਰੌਸ਼ਨ ਕਰਦੇ ਹਨ। ਉਨ੍ਹਾਂ ਨੇ ਬੀ.ਐਫ.ਜੀ.ਆਈ. ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਨ ਲਈ ਕਿਸੇ ਵੀ ਵਿਅਕਤੀ ਜਾਂ ਸੰਸਥਾ ਦਾ ਵਚਨਬੱਧ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਬਠਿੰਡਾ ਅਤੇ ਨੇੜਲੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਹੋਏ ਸਕੂਲਾਂ ਦੇ ਪਿ੍ਰੰਸੀਪਲਾਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਵਿੱਚੋਂ 10ਵੀਂ ਦੇ ਨਤੀਜੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਨੈਨਸੀ ਰਾਣੀ ਅਤੇ 12ਵੀਂ ਦੇ ਨਤੀਜੇ ਵਿੱਚ ਤੀਜਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਕੁਲਵਿੰਦਰ ਕੌਰ ਅਤੇ ਪੰਜਵਾਂ ਸਥਾਨ ਹਾਸਲ ਕਰਨ ਵਾਲੀ ਸਿਮਰਨਜੋਤ ਕੌਰ ਤੇ ਗੁਰਲੀਨ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ।
ਇਸ ਸਮਾਗਮ ਵਿੱਚ ਪਹੁੰਚੇ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਨੇ ਕਿਹਾ ਕਿ ਇਹ ਬੀ.ਐਫ.ਜੀ.ਆਈ ਦਾ ਬਹੁਤ ਵੱਡਾ ਤੇ ਵਧੀਆ ਉਪਰਾਲਾ ਹੈ ਜਿਸ ਨਾਲ ਹੋਣਹਾਰ ਵਿਦਿਆਰਥੀਆਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਹੈ ਅਤੇ ਉਹ ਭਵਿੱਖ ਵਿੱਚ ਹੋਰ ਵੀ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਉਤਸ਼ਾਹਿਤ ਹੋਏ ਹਨ। ਸਨਮਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਬੀ.ਐਫ.ਜੀ.ਆਈ ਦੀ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਅਕੈਡਮਿਕ ਅਚੀਵਰਜ਼ ਐਵਾਰਡ‘ ਪ੍ਰਾਪਤ ਕਰ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਅਤੇ ਹੌਸਲਾ ਅਫਜਾਈ ਮਿਲੀ ਹੈ। ਜ਼ਿਕਰਯੋਗ ਹੈ ਕਿ ਇਸ ਐਵਾਰਡ ਸਮਾਗਮ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸੰਸਥਾ ਵੱਲੋਂ ਮੁਫ਼ਤ ਬੱਸ ਸਰਵਿਸ ਮੁਹੱਈਆ ਕਰਵਾਈ ਗਈ ਸੀ। ਅੰਤ ਵਿੱਚ ਸੰਸਥਾ ਦੇ ਡਿਪਟੀ ਡਾਇਰੈਕਟਰ ਸ. ਹਰਪਾਲ ਸਿੰਘ ਨੇ ਇਸ ਸਮਾਗਮ ਦੀ ਸਫਲਤਾ ਲਈ ਹਰ ਇੱਕ ਦਾ ਤਹਿ ਦਿਲੋਂ ਧੰਨਵਾਦ ਕੀਤਾ।





