-‘ਆਪ’ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਪੰਜਾਬ ਸਰਕਾਰ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪਾਰਟੀ ‘ਚ ਕਰਵਾਇਆ ਸ਼ਾਮਲ
-ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਗਰ ਨਿਗਮ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਹੋਵੇਗੀ ਸ਼ਾਨਦਾਰ ਜਿੱਤ: ਜਰਨੈਲ ਸਿੰਘ
ਸੁਖਜਿੰਦਰ ਮਾਨ
ਚੰਡੀਗੜ੍ਹ, 11 ਮਈ : ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਬੁੱਧਵਾਰ ਨੂੰ ਹੁਸ਼ਿਆਰਪੁਰ ਨਗਰ ਨਿਗਮ ਵਿਚ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਅੱਧਾ ਦਰਜਨ ਤੋਂ ਜ਼ਿਆਦਾ ਮੌਜੂਦਾ ਅਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ, ਪੰਜਾਬ ਸਰਕਾਰ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਵਿਧਾਇਕ ਡਾ. ਬਲਬੀਰ ਸਿੰਘ, ਰਮਨ ਅਰੋੜਾ ਅਤੇ ਸ਼ੀਤਲ ਅੰਗੁਰਾਲ ਦੀ ਮੌਜੂਦਗੀ ਵਿੱਚ ਸਾਰੇ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਬੁੱਧਵਾਰ ਨੂੰ ਚੰਡੀਗੜ੍ਹ ‘ਚ ਪਾਰਟੀ ਮੁੱਖ ਦਫ਼ਤਰ ਵਿੱਚ ਹੁਸ਼ਿਆਰਪੁਰ ਨਗਰ ਨਿਗਮ ਦੇ ਮੌਜੂਦਾ ਕੌਂਸਲਰ ਮੋਨਿਕਾ ਕਟਰਾ, ਬਲਵਿੰਦਰ ਕੌਰ ਅਤੇ ਬਿਮਲਾ ਦੇਵੀ ਸ਼ਾਮਲ ਹੋਏ, ਜਦੋਂ ਕਿ ਸਾਬਕਾ ਕੌਂਸਲਰ ਤੀਰਥ ਸਿੰਘ, ਕਮਲ ਕਟਾਰੀਆ ਅਤੇ ਕੁਲਮਿੰਦਰ ਸਿੰਘ ਹੁੰਡਾਲ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇਨ੍ਹਾਂ ਦੇ ਨਾਲ ਸਥਾਨਕ ਆਗੂ ਬਲਵਿੰਦਰ ਕਟਰਾ ਅਤੇ ਮਨਜੀਤ ਸਿੰਘ ਵੀ ‘ਆਪ’ ‘ਚ ਸ਼ਾਮਲ ਹੋਏ।
ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪਾਰਟੀ ਨੂੰ ਪੰਜਾਬ ਸਮੇਤ ਦੇਸ਼ ਭਰ ਵਿੱਚ ਮਜ਼ਬੂਤ ਬਣਾ ਰਹੇ ਹਨ। ਵਿਧਾਨ ਸਭਾ ਚੋਣਾ ਦੀ ਤਰਾਂ ਆਉਣ ਵਾਲੀਆਂ ਨਗਰ ਨਿਗਮ ਚੋਣਾ ਵਿੱਚ ਵੀ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਵਾਏਗੀ ਅਤੇ ਸਾਰੀਆਂ ਨਗਰ ਨਿਗਮਾਂ ਵਿੱਚ ਆਪਣੇ ਮੇਅਰ ਬਣਾਏਗੀ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਹੁਸ਼ਿਆਰਪੁਰ ਲੋਕ ਸਭਾ ਦੇ ਪ੍ਰਭਾਰੀ ਹਰਮਿੰਦਰ ਸਿੰਘ ਬਖ਼ਸ਼ੀ, ਜ਼ਿਲ੍ਹਾ ਪ੍ਰਧਾਨ ਦਲੀਪ ਅੋਹਨੀ, ਜ਼ਿਲ੍ਹਾ ਸਕੱਤਰ ਕਰਮਜੀਤ ਕੌਰ , ਵਰਿੰਦਰ ਸ਼ਰਮਾ ਬਿੰਦੂ ਅਤੇ ਹੋਰ ਵਿਅਕਤੀ ਹਾਜ਼ਰ ਸਨ।
ਹੁਸ਼ਿਆਰਪੁਰ ਦੇ ਅੱਧਾ ਦਰਜਨ ਤੋਂ ਜ਼ਿਆਦਾ ਮੌਜੂਦਾ ਅਤੇ ਸਾਬਕਾ ਕੌਂਸਲਰ ਹੋਏ ‘ਆਪ’ ਵਿੱਚ ਸ਼ਾਮਲ
ਕਰੋਨਾ ਦੀ ਆਗਾਮੀ ਲਹਿਰ ਤੋਂ ਬਚਾਅ ਲਈ ਵੈਕਸੀਨੇਸ਼ਨ ਜ਼ਰੂਰੀ : ਸ਼ੌਕਤ ਅਹਿਮਦ ਪਰੇ
ਸਲੱਮ ਤੇ ਸੰਘਣੀ ਆਬਾਦੀ ਵਾਲੇ ਏਰੀਏ ਚ ਲਗਾਏ ਜਾਣ ਸਪੈਸ਼ਲ ਕੈਂਪ
ਸੁਖਜਿੰਦਰ ਮਾਨ
ਬਠਿੰਡਾ, 11 ਮਈ : ਕਰੋਨਾ ਵਾਇਰਸ ਦੀ ਸੰਭਾਵੀਂ ਆਗਾਮੀ ਲਹਿਰ ਤੋਂ ਬਚਾਅ ਲਈ ਜ਼ਿਲ੍ਹੇ ਅੰਦਰ ਕਰੋਨਾ ਵੈਕਸੀਨੇਸ਼ਨ ਯਕੀਨੀ ਬਣਾਇਆ ਜਾਵੇ। ਪਿੰਡ ਤੇ ਸਲੱਮ ਏਰੀਏ ਵਿਚ ਵੱਧ ਤੋਂ ਵੱਧ ਟੀਮਾਂ ਦਾ ਗਠਨ ਕਰਕੇ ਸਪੈਸ਼ਲ ਕੈਂਪ ਲਗਾਏ ਜਾਣ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਵਸਨੀਕ ਕਰੋਨਾ ਵੈਕਸੀਨੇਸ਼ਨ ਤੋਂ ਵਾਝਾਂ ਨਾ ਰਹਿ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਈ ਸੂਬਿਆਂ ਵਿੱਚ ਕਰੋਨਾ ਮਹਾਂਮਾਰੀ ਦੇ ਫੇਰ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 100 ਫੀਸਦੀ ਵੈਕਸ਼ੀਨੇਸ਼ਨ ਕਰਨੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਖਾਸ ਕਰਕੇ ਸਲੱਮ ਜਾਂ ਜ਼ਿਆਦਾ ਸੰਘਣੀ ਆਬਾਦੀ ਵਾਲੇ ਪ੍ਰਭਾਵਿਤ ਖੇਤਰਾਂ ਵਿਚ ਪਹਿਲ ਦੇ ਆਧਾਰ ਤੇ ਸਪੈਸ਼ਲ ਕੈਂਪ ਲਗਾ ਕੇ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਕਰੋਨਾ ਦੇ ਸਪੈਸ਼ਲ ਵੈਕਸੀਨੇਸ਼ਨ ਕੈਂਪ ਲਗਾਉਣ ਤੋਂ ਪਹਿਲਾਂ ਇਸ ਸਬੰਧੀ ਬਕਾਇਦਾ ਮੁਨਿਆਦੀ ਕਰਵਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਰੋਨਾ ਵੈਕਸੀਨੇਸ਼ਨ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਕੋਈ ਵੀ ਮਗਨਰੇਗਾ ਮਜ਼ਦੂਰ ਵੈਕਸੀਨੇਸ਼ਨ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰੋਨਾ ਵੈਕਸੀਨੇਸ਼ਨ ਸਬੰਧੀ ਰੋਜ਼ਾਨਾ ਰਿਪੋਰਟ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਪਹੁੰਚਾਉਣੀ ਲਾਜ਼ਮੀ ਬਣਾਈ ਜਾਵੇ।
ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਫ਼ੈਕਟਰੀਆਂ ਵਿੱਚ ਜਿਨ੍ਹਾਂ ਮਜ਼ਦੂਰਾ ਨੇ ਅਜੇ ਤੱਕ ਦੂਜੀ ਡੋਜ਼ ਨਹੀਂ ਲਗਵਾਈ ਤਾਂ ਉਹ ਸਪੈਸ਼ਲ ਕੈਂਪ ਲਗਾ ਕੇ ਲਗਾਉਣੀ ਯਕੀਨੀ ਬਣਾਉਣ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਭੱਠਿਆਂ ਆਦਿ ਤੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਵੈਕਸੀਨੇਸ਼ਨ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਜਿਨ੍ਹਾਂ ਨੇ ਹਾਲੇ ਤੱਕ ਕੋਈ ਵੀ ਵੈਕਸੀਨੇਸ਼ਨ ਦੀ ਡੋਜ਼ ਨਹੀਂ ਲਗਾਵਾਈ ਤਾਂ ਉਨ੍ਹਾਂ ਨੂੰ ਵੀ ਕਰੋਨਾ ਵੈਕਸੀਨੇਸ਼ਨ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਸਬੰਧੀ ਸਮੇਂ-ਸਮੇਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਅਜੇ ਤੱਕ ਵੈਕਸ਼ੀਨ ਨਹੀਂ ਲਗਵਾਈ ਤਾਂ ਵੈਕਸ਼ੀਨੇਸ਼ਨ ਕਰਵਾਉਣੀ ਯਕੀਨੀ ਬਣਾਉਣ, ਤਾਂ ਜੋ ਜ਼ਿਲ੍ਹੇ ਨੂੰ ਕਰੋਨਾ ਮਹਾਂਮਾਰੀ ਦੇ ਪ੍ਰਭਾਵ ਤੋਂ ਮੁਕਤ ਰੱਖਿਆ ਜਾ ਸਕੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੈਕਸ਼ੀਨੇਸ਼ਨ ਕਰਨ ਲਈ ਜ਼ਿਲਾ ਪ੍ਰਸ਼ਾਸਨ ਅਤੇ ਟੀਮਾਂ ਨੂੰ ਪੂਰਨ ਸਹਿਯੋਗ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ, ਜ਼ਿਲ੍ਹਾ ਕਰੋਨਾ ਸੈੱਲ ਦੇ ਨੋਡਲ ਅਫ਼ਸਰ ਸ੍ਰੀ ਮਨਪ੍ਰੀਤ ਅਰਸ਼ੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮੇਵਾ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜ਼ਰ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਤੋਂ ਇਲਾਵਾ ਸਮੂਹ ਐਸਐਮਓਜ਼ ਆਦਿ ਹਾਜ਼ਰ ਸਨ।
ਨਰਮਾ-ਕਪਾਹ ਦੀ ਫਸਲ ਦੇ ਖਰਾਬੇ ਦੇ ਮੁਆਵਜੇ ਲਈ ਬੇਜਮੀਨੇ ਪੇਂਡੂ ਕਿਰਤੀਆਂ ਨੇ ਬੋਲਿਆ ਸੰਘਰਸ਼ੀ ਹੱਲਾ
ਜਿਲ੍ਹਾ ਅਧਿਕਾਰੀਆਂ ਨੇ ਦਿਵਾਇਆ ਹਫਤੇ ਤੱਕ ਮੁਆਵਜ਼ਾ ਜਾਰੀ ਕਰਨ ਦਾ ਵਿਸ਼ਵਾਸ
ਸੁਖਜਿੰਦਰ ਮਾਨ
ਬਠਿੰਡਾ, 11 ਮਈ: ਭਾਰੀ ਗਿਣਤੀ ਬੇਜ਼ਮੀਨੇ-ਸਾਧਨਹੀਨ ਪੇਂਡੂ ਕਿਰਤੀਆਂ ਅਤੇ ਇਸਤਰੀਆਂ ਨੇ ਅੱਜ ਸਥਾਨਕ ਮਿੰਨੀ ਸਕੱਤਰੇਤ ਦੀ ਇਮਾਰਤ ਸਾਹਮਣੇ ਪੰਜਾਬ ਸਰਕਾਰ ਅਤੇ ਅਫਸਰਸ਼ਾਹੀ ਦਾ ਜੋਰਦਾਰ ਪਿੱਟ ਸਿਆਪਾ ਕੀਤਾ। ਕਹਿਰਾਂ ਦੀ ਗਰਮੀ ‘ਚ ਸੂਬਾ ਸਰਕਾਰ ਤੱਕ ਆਪਣੀ ਆਵਾਜ ਪੁਚਾਉਣ ਲਈ ਪੁੱਜੇ ਉਕਤ ਗਰੀਬ ਲੋਕ ਪੇਂਡੂ ਕਿਰਤੀਆਂ, ਜਿਨ੍ਹਾਂ ਦੀ ਭਾਰੀ ਗਿਣਤੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹੈ, ਨੂੰ ਨਰਮਾ-ਕਪਾਹ ਦੀ ਫਸਲ ਦੇ ਖਰਾਬੇ ਦੇ ਮੁਆਵਜੇ ਤੋਂ ਵਾਂਝੇ ਰੱਖਣ ਵਿਰੁੱਧ ਡਾਢੇ ਗੁੱਸੇ ਦਾ ਪ੍ਰਗਟਾਵਾ ਕਰ ਰਹੇ ਸਨ। ਪ੍ਰਦਰਸ਼ਨਕਾਰੀ ਇਸ ਗੱਲੋਂ ਵੀ ਖਫਾ ਸਨ ਕਿ ਮੁਆਵਜੇ ਲਈ ਭੌਂ ਮਾਲਕ ਕਿਸਾਨਾਂ ਵੱਲੋਂ ਪੁਸ਼ਟੀ ਕੀਤੇ ਜਾਣ ਦੀ ਬੇਲੋੜੀ ਸ਼ਰਤ ਲਾਈ ਜਾ ਰਹੀ ਹੈ।ਅੱਜ ਦੇ ਰੋਸ ਵਿਖਾਵੇ ਦਾ ਸੱਦਾ ਦਿਹਾਤੀ ਮਜ਼ਦੂਰ ਸਭਾ ਅਤੇ ਜਨਵਾਦੀ ਇਸਤਰੀ ਸਭਾ ਪੰਜਾਬ ਦੀਆਂ ਬਠਿੰਡਾ ਜਿਲ੍ਹਾ ਕਮੇਟੀਆਂ ਵੱਲੋਂ ਦਿੱਤਾ ਗਿਆ ਸੀ।
ਇਸੇ ਦਰਮਿਆਨ ਪ੍ਰਦਰਸ਼ਨਕਾਰੀ ਮਜ਼ਦੂਰਾਂ ਅਤੇ ਬੀਬੀਆਂ ਦੀ ਅਗਵਾਈ ਕਰ ਰਹੇ ਆਗੂਆਂ ਦੀ ਡਿਪਟੀ ਕਮਿਸ਼ਨਰ ਅਤੇ ਐਸਡੀਐਮ ਬਠਿੰਡਾ ਨਾਲ ਹੋਈ ਮੀਟਿੰਗ ਵਿੱਚ ਜਿਲ੍ਹਾ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਹਫਤੇ ਦੇ ਅੰਦਰ-ਅੰਦਰ ਸਾਰੇ ਮਜ਼ਦੂਰ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡ ਦਿੱਤੀ ਜਾਵੇਗੀ।ਮੀਟਿੰਗ ਉਪਰੰਤ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ ਬੀਬੀ ਦਰਸ਼ਨਾ ਜੋਸ਼ੀ ਨੇ ਐਲਾਨ ਕੀਤਾ ਕਿ ਜੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਵਾਅਦਾ ਵਫਾ ਨਾ ਹੋਇਆ ਤਾਂ ਹੋਰ ਤਿੱਖਾ ਸੰਘਰਸ਼ ਛੇੜਿਆ ਜਾਵੇਗਾ।ਭਰਾਤਰੀ ਜੱਥੇਬੰਦੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਗੁਰਪ੍ਰੀਤ ਸਿੰਘ ਬੱਬਾ ਨੇ ਵੀ ਹੱਕੀ ਕਿਰਤੀ ਘੋਲ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।ਧਰਨੇ-ਪ੍ਰਦਰਸ਼ਨ ‘ਚ ਪੁੱਜੇ ਕਿਰਤੀਆਂ ਨੂੰ ਮੱਖਣ ਸਿੰਘ ਤਲਵੰਡੀ ਸਾਬੋ, ਗੁਰਮੀਤ ਸਿੰਘ ਜੈ ਸਿੰਘ ਵਾਲਾ, ਕੂਕਾ ਸਿੰਘ ਨਥਾਣਾ, ਮੇਜਰ ਸਿੰਘ ਤੁੰਗਵਾਲੀ, ਦਰਸ਼ਨ ਸਿੰਘ ਕੁੱਤੀਵਾਲ, ਸ਼ਕਰ ਰਾਮ ਜੱਸੀ ਬਾਗ ਵਾਲੀ, ਜੱਗਾ ਸਿੰਘ ਮੀਆਂ ਨੇ ਸੰਬੋਧਨ ਕੀਤਾ।
ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਪੰਜਾਬ ‘ਚ ਲੱਗਣਗੇ ਸੀ.ਸੀ.ਟੀ.ਵੀ. ਕੈਮਰੇ: ਲਾਲਜੀਤ ਸਿੰਘ ਭੁੱਲਰ
ਸੜਕ ਸੁਰੱਖਿਆ ਬਾਰੇ ਪਲੇਠੀ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਨੂੰ ਸੀ.ਸੀ.ਟੀ.ਵੀ. ਕੈਮਰਾ ਪ੍ਰਾਜੈਕਟ ਸਬੰਧੀ ਖਰੜਾ ਤੁਰੰਤ ਤਿਆਰ ਕਰਨ ਦੇ ਨਿਰਦੇਸ਼
ਹਾਦਸਿਆਂ ਦਾ ਕਾਰਨ ਬਣ ਰਹੀਆਂ ਸੜਕ ਕੰਢੇ ਖੜ੍ਹੀਆਂ ਵੱਡੀਆਂ ਗੱਡੀਆਂ ਤੇ ਟਰਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ
ਟ੍ਰੈਫ਼ਿਕ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼
ਸੁਖਜਿੰਦਰ ਮਾਨ
ਚੰਡੀਗੜ੍ਹ, 11 ਮਈ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਪੰਜਾਬ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੜਕੀ ਹਾਦਸਿਆਂ ਦੌਰਾਨ ਅਜਾਈਂ ਜਾ ਰਹੀ ਮੌਤਾਂ ਤੋਂ ਬਹੁਤ ਚਿੰਤਤ ਹੈ ਅਤੇ ਆਵਾਜਾਈ ਕੰਟਰੋਲ ਕਰਨ ਅਤੇ ਸੜਕ ਹਾਦਸਿਆਂ ਦੌਰਾਨ ਮੌਤ ਦਰ ਘੱਟ ਕਰਨ ਲਈ ਸੁਪਰੀਮ ਕੋਰਟ ਦੀ ਕਮੇਟੀ ਦੀਆਂ ਸਿਫ਼ਾਰਸ਼ਾਂ ਦੀ ਹੂਬਹੂ ਪਾਲਣਾ ਕਰਦਿਆਂ ਸੜਕੀ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਵਿੱਚ ਅਜਿਹੇ ਮਾਪਦੰਡ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ।ਇਥੇ ਪੰਜਾਬ ਭਵਨ ਵਿਖੇ ਸੜਕ ਸੁਰੱਖਿਆ ਟ੍ਰੈਫ਼ਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਬਾਰੇ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਪਲੇਠੀ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਨੂੰ ਨਿਰਦੇਸ਼ ਦਿੱਤੇ ਕਿ ਉਹ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਸਬੰਧੀ ਪ੍ਰਾਜੈਕਟ ਦਾ ਖਰੜਾ ਤੁਰੰਤ ਤਿਆਰ ਕਰਾਉਣ।
ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਮੁੱਢਲੇ ਪੜਾਅ ਦੌਰਾਨ 50 ਫ਼ੀਸਦੀ ਤੱਕ ਘਟਾਉਣ ਲਈ ਸਖ਼ਤ ਕਦਮ ਚੁੱਕਣ ਜਿਵੇਂ ਕਿ ਆਟੋਮੇਟਿਡ ਡਰਾਈਵਿੰਗ ਟੈਸਟ ਸਟੇਸ਼ਨਾਂ ਰਾਹੀਂ ਡਰਾਈਵਿੰਗ ਲਾਇਸੈਂਸ ਬਣਾਉਣਾ, ਤਸਦੀਕ ਅਤੇ ਜਾਰੀ ਕਰਨਾ। ਇਸ ਤੋਂ ਇਲਾਵਾ ਸਰਕਾਰੀ ਟਰਾਂਸਪੋਰਟ ਅਤੇ ਮਾਲ ਢੋਹਣ ਵਾਲੇ ਵਾਹਨਾਂ ਦੇ ਡਰਾਈਵਰਾਂ ਨੂੰ ਹੈਵੀ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇ ਅਤੇ ਵਾਹਨਾਂ ਦੀ ਪਾਸਿੰਗ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇ ਕਿਉਂ ਜੋ ਵਾਹਨਾਂ ਦੀ ਮਾੜੀ ਹਾਲਤ ਵੀ ਹਾਦਸਿਆਂ ਦਾ ਕਾਰਨ ਬਣਦੀ ਹੈ। ਇਸੇ ਤਰ੍ਹਾਂ ਹੋਰ ਉਪਾਅ, ਜਿਨ੍ਹਾਂ ‘ਤੇ ਸਰਕਾਰ ਨੂੰ ਫ਼ੌਰੀ ਧਿਆਨ ਦੀ ਲੋੜ ਹੈ, ਵਿੱਚ ਖੰਨਾ, ਜਲੰਧਰ, ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿੱਚ ਟਰੌਮਾ ਕੇਅਰ ਸੈਂਟਰਾਂ (ਲੈਵਲ-2) ਨੂੰ ਕਾਰਜਸ਼ੀਲ ਕਰਨ ਦੇ ਨਾਲ-ਨਾਲ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਸਾਰੇ ਸਰਕਾਰੀ ਕਾਲਜਾਂ ਅਤੇ ਏਮਜ਼ ਬਠਿੰਡਾ ਵਿੱਚ ਟਰੌਮਾ ਕੇਅਰ ਸੈਂਟਰਾਂ ਦੀ ਸਹੂਲਤ ਸ਼ੁਰੂ ਕਰਨਾ ਸ਼ਾਮਲ ਹੈ।
ਪਿਛਲੇ 2-3 ਸਾਲਾਂ ਦੌਰਾਨ ਸ਼ਨਾਖਤ ਕੀਤੀਆਂ ਗਈਆਂ ਵੱਧ ਦੁਰਘਟਨਾ ਵਾਲੀਆਂ ਥਾਵਾਂ ਨੂੰ ਦਰੁਸਤ ਕਰਨ ਲਈ ਟਰਾਂਸਪੋਰਟ ਮੰਤਰੀ ਨੇ ਸੜਕੀ ਆਵਾਜਾਈ ਨਾਲ ਸਬੰਧਤ ਵਿਭਾਗਾਂ ਜਿਵੇਂ ਕਿ ਐਨ.ਐਚ.ਏ.ਆਈ, ਲੋਕ ਨਿਰਮਾਣ (ਬੀ.ਐਂਡ.ਆਰ), ਸਥਾਨਕ ਸਰਕਾਰਾਂ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕੌਮੀ ਰਾਜ ਮਾਰਗਾਂ, ਰਾਜ ਮਾਰਗਾਂ, ਨਗਰ ਨਿਗਮ ਦੀਆਂ ਸੜਕਾਂ ਅਤੇ ਹੋਰ ਪ੍ਰਮੁੱਖ ਸੜਕਾਂ ‘ਤੇ ਪੈਂਦੀਆਂ 792 ਵੱਧ ਦੁਰਘਟਨਾ ਵਾਲੀਆਂ ਥਾਵਾਂ ਨੂੰ ਠੀਕ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਸੂਬੇ ਵਿੱਚ ਟ੍ਰੈਫ਼ਿਕ ਪੁਲਿਸ ਨੂੰ ਮਜ਼ਬੂਤ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਕਿ ਉਹ ਗ੍ਰਹਿ ਵਿਭਾਗ ਨੂੰ ਟ੍ਰੈਫ਼ਿਕ ਪੁਲਿਸ ਦੀ ਨਫ਼ਰੀ ਦੁੱਗਣੀ ਕਰਨ ਅਤੇ ਪੰਜਾਬ ਪੁਲਿਸ ਦੇ ਟ੍ਰੈਫ਼ਿਕ ਵਿੰਗ ਦਾ ਪੁਨਰਗਠਨ ਕਰਨ ਲਈ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਦੇ ਕੰਮਕਾਜ ਨੂੰ ਏ.ਡੀ.ਜੀ.ਪੀ. (ਟ੍ਰੈਫ਼ਿਕ) ਅਧੀਨ ਕਰਨ ਲਈ ਬੇਨਤੀ ਕਰਨ। ਇਸ ਦੇ ਨਾਲ-ਨਾਲ ਉਨ੍ਹਾਂ ਇਹ ਵੀ ਕਿਹਾ ਕਿ ਟ੍ਰੈਫ਼ਿਕ ਪੁਲਿਸ ਵਿੱਚ ਕਾਂਸਟੇਬਲਾਂ ਦੀ ਸਥਾਈ ਤੈਨਾਤੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਧੁਨਿਕ ਟ੍ਰੈਫ਼ਿਕ ਕੰਟਰੋਲ ਅਤੇ ਸੜਕ ਸੁਰੱਖਿਆ ਉਪਕਰਣਾਂ ਦੀ ਸਿਖਲਾਈ ਦਿੱਤੀ ਜਾ ਸਕੇ।
ਸ. ਭੁੱਲਰ ਨੇ ਕਿਹਾ ਕਿ ਸੜਕ ਕਿਨਾਰੇ ਖੜ੍ਹੇ ਭਾਰੀ ਵਾਹਨ ਅਤੇ ਟਰਾਲੇ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਏ.ਡੀ.ਜੀ.ਪੀ. (ਟ੍ਰੈਫ਼ਿਕ) ਨੂੰ ਹਦਾਇਤ ਕੀਤੀ ਕਿ ਅਜਿਹੇ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹਾਦਸਿਆਂ ਦੀ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਨੇ ਏ.ਡੀ.ਜੀ.ਪੀ. (ਟ੍ਰੈਫ਼ਿਕ) ਨੂੰ ਟ੍ਰੈਫ਼ਿਕ ਚੈਕਿੰਗ ਵਧਾਉਣ ਅਤੇ ਓਵਰ ਸਪੀਡ, ਰੈੱਡ ਲਾਈਟ ਜੰਪਿੰਗ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਸਬੰਧੀ ਸੁਪਰੀਮ ਕੋਰਟ ਕਮੇਟੀ ਦੀਆਂ ਹਦਾਇਤਾਂ ਦੀ ਹੂਬਹੂ ਪਾਲਣਾ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਜ਼ਬਤ ਕਰਕੇ ਸਬੰਧਤ ਆਰ.ਟੀ.ਏ. ਨੂੰ ਭੇਜਣ ਲਈ ਕਿਹਾ, ਜਦਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ ਨਿਰਦੇਸ਼ ਦਿੱਤੇ ਕਿ ਉਹ ਤਿੰਨ ਮਹੀਨੇ ਦੇ ਅੰਦਰ-ਅੰਦਰ ਤਕਨੀਕੀ ਅਤੇ ਖ਼ਰੀਦ ਕਮੇਟੀਆਂ ਰਾਹੀਂ ਸੜਕ ਸੁਰੱਖਿਆ ਉਪਕਰਣਾਂ ਜਿਵੇਂ ਰਿਕਵਰੀ ਵੈਨਾਂ, ਕਾਰ ਬਾਡੀ ਕਟਰ, ਬ੍ਰੈਥ ਐਨਾਲਾਈਜ਼ਰ ਅਤੇ ਇੰਟਰਸੈਪਟਰ ਗੱਡੀਆਂ ਖ਼ਰੀਦਣ।
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਵਿਕਾਸ ਗਰਗ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ,ਵਿੱਤ ਵਿਭਾਗ ਦੇ ਵਿਸ਼ੇਸ ਸਕੱਤਰ ਖ਼ਰਚਾ ਸ੍ਰੀ ਮੁਹੰਮਦ ਤਈਅਬ, ਐਨ.ਐਚ.ਏ.ਆਈ. ਦੇ ਸਲਾਹਕਾਰ ਸ. ਕਾਹਨ ਸਿੰਘ ਪਨੂੰ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ ਸਣੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ), ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ, ਸਕੂਲ ਸਿੱਖਿਆ ਆਦਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਭਗਵੰਤ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ 31 ਮਈ ਤੱਕ ਦੀ ਚਿਤਾਵਨੀ
ਅਜਿਹਾ ਨਾ ਕਰਨ ਦੀ ਸੂਰਤ ਵਿਚ ਪਰਚਾ ਦਰਜ ਹੋਣ ਦੇ ਨਾਲ-ਨਾਲ ਪਿਛਲੀਆਂ ਦੇਣਦਾਰੀਆਂ ਦਾ ਭੁਗਤਾਨ ਵੀ ਕਰਨਾ ਪਵੇਗਾ
ਸੁਖਜਿੰਦਰ ਮਾਨ
ਚੰਡੀਗੜ੍ਹ, 11 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਸਾਰੇ ਕਾਬਜ਼ਕਾਰਾਂ ਨੂੰ 31 ਮਈ ਤੱਕ ਜ਼ਮੀਨ ਸਰਕਾਰ ਨੂੰ ਸੌਂਪਣ ਲਈ ਸਖ਼ਤ ਚਿਤਾਵਨੀ ਦਿੱਤੀ ਹੈ।ਇੱਕ ਟਵੀਟ ਵਿੱਚ ਭਗਵੰਤ ਮਾਨ ਨੇ ਸਿਆਸਤਦਾਨਾਂ, ਅਫਸਰਾਂ ਜਾਂ ਹੋਰ ਰਸੂਖਦਾਰਾਂ ਸਮੇਤ ਕਿਸੇ ਵੀ ਵਿਅਕਤੀ ਤੋਂ ਅਜਿਹੀਆਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਅੱਗੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਜ਼ਮੀਨਾਂ ਸਵੈ-ਇੱਛਾ ਨਾਲ ਸਪੁਰਦ ਨਹੀਂ ਕੀਤੀਆਂ ਜਾਂਦੀਆਂ ਹਨ ਤਾਂ ਸਰਕਾਰ ਅਜਿਹੇ ਕਸੂਰਵਾਰ ਲੋਕਾਂ ਵਿਰੁੱਧ ਨਵੇਂ ਸਿਰਿਓਂ ਐਫਆਈਆਰ ਦਰਜ ਕਰਨ ਦੇ ਨਾਲ-ਨਾਲ ਗੈਰ-ਕਾਨੂੰਨੀ ਕਬਜ਼ੇ ਵਾਲੀਆਂ ਜ਼ਮੀਨਾਂ ਦੀਆਂ ਪਿਛਲੀਆਂ ਦੇਣਦਾਰੀਆਂ ਦਾ ਭੁਗਤਾਨ ਕਰਨ ਲਈ ਮਜਬੂਰ ਹੋਵੇਗੀ।
ਭਗਵੰਤ ਮਾਨ ਨੇ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਕਾਨੂੰਨੀ ਉਲਝਣਾਂ ਤੋਂ ਬਚਣ ਲਈ ਨਿਯੁਕਤੀ ਪੱਤਰਾਂ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਮੁੰਕਮਲ ਹੋਣ ਤੱਕ ਸੂਬਾ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ
ਸਾਡੇ ਇਰਾਦਿਆਂ ‘ਤੇ ਸ਼ੱਕ ਨਾ ਕਰੋ ਕਿਉਂਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖਰੀ ਦੋ ਮਹੀਨਿਆਂ ਵਿੱਚ ਜੋ ਕੁਝ ਕਰਦੀਆਂ ਰਹੀਆਂ ਹਨ, ਉਹੀ ਸਾਡੀ ਸਰਕਾਰ ਨੇ ਸ਼ੁਰੂਆਤੀ ਦੋ ਮਹੀਨਿਆਂ ਵਿੱਚ ਕੀਤਾ- ਮੁੱਖ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 11 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਸੂਬਾ ਸਰਕਾਰ ਦਾ ਸਾਥ ਦੇਣ ਲਈ ਆਖਿਆ ਕਿਉਂਕਿ ਉਨ੍ਹਾਂ ਦੀ ਸਰਕਾਰ ਭਰਤੀ ਪ੍ਰਕਿਰਿਆ ਸਬੰਧੀ ਲੋੜੀਂਦੇ ਕਾਰਜਾਂ ਨੂੰ ਪੂਰਾ ਕਰਨ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਵਿਚ ਕਿਸੇ ਤਰ੍ਹਾਂ ਦੀ ਕਾਨੂੰਨੀ ਅੜਚਣ ਪੈਦਾ ਨਾ ਹੋ ਸਕੇ।
ਇੱਥੇ ਮਿਉਂਸਪਲ ਭਵਨ ਵਿਖੇ 26754 ਅਸਾਮੀਆਂ ਨੂੰ ਭਰਨ ਲਈ ਵਿਸ਼ਾਲ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰੰਤ ਬਾਅਦ 2373 ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪਣ ਲਈ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਸਾਡੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਅਜਿਹੇ ਸਮਾਗਮ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ। ਉਨ੍ਹਾਂ ਨੇ ਰੋਸ ਪ੍ਰਗਟਾ ਰਹੇ ਨੌਜਵਾਨਾਂ ਨੂੰ ਕਿਹਾ ਕਿ ਉਹ ਸਬਰ ਰੱਖਣ ਅਤੇ ਕੁਝ ਸਮਾਂ ਉਡੀਕ ਕਰਨ ਤਾਂ ਜੋ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਵਿੱਚ ਕਾਹਲੀ ਨਾਲ ਕੀਤੀ ਗਈ ਕਾਰਵਾਈ ਵਿਚ ਜੇਕਰ ਕੋਈ ਇਸ ਨੂੰ ਅਦਾਲਤ ਵਿੱਚ ਚੁਣੌਤੀ ਦਿੰਦਾ ਹੈ ਤਾਂ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ।
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖਰੀ ਦੋ ਮਹੀਨਿਆਂ ਵਿੱਚ ਜੋ ਕੁਝ ਕਰਦੀਆਂ ਰਹੀਆਂ ਹਨ, ਉਹੀ ਸਾਡੀ ਸਰਕਾਰ ਨੇ ਸ਼ੁਰੂਆਤੀ ਦੋ ਮਹੀਨਿਆਂ ਵਿੱਚ ਕੀਤਾ ਹੈ ਜਿਸ ਨਾਲ ਉਮੀਦਵਾਰਾਂ ਨੂੰ ਨਿਰੋਲ ਮੈਰਿਟ ਅਤੇ ਉਨ੍ਹਾਂ ਦੀਆਂ ਵਿਦਿਅਕ ਯੋਗਤਾਵਾਂ ਦੇ ਅਧਾਰ ‘ਤੇ ਨੌਕਰੀਆਂ ਦੇਣ ਸਬੰਧੀ ਸਾਡੀ ਸਰਕਾਰ ਦੇ ਇਰਾਦੇ ਸਪੱਸ਼ਟ ਹੋ ਜਾਂਦੇ ਹਨ।
ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਸਬੰਧਤ ਮੰਤਰੀਆਂ ਨੂੰ ਨਵ-ਨਿਯੁਕਤ ਨੌਜਵਾਨਾਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਨੇੜੇ ਤਾਇਨਾਤ ਕਰਨ ਲਈ ਕਿਹਾ ਤਾਂ ਜੋ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੱਲੋਂ ਜਾਣਬੁੱਝ ਕੇ ਸਰਕਾਰੀ ਮੁਲਾਜ਼ਮਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਦੂਰ-ਦੁਰਾਡੇ ਦੀਆਂ ਥਾਵਾਂ ‘ਤੇ ਤਾਇਨਾਤ ਕੀਤਾ ਜਾਂਦਾ ਸੀ। ਹਾਲਾਂਕਿ, ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਦੂਰ-ਦੁਰਾਡੇ ਵਾਲੀਆਂ ਥਾਵਾਂ ‘ਤੇ ਤਾਇਨਾਤੀ ਤੋਂ ਵੀ ਸੰਕੋਚ ਨਾ ਕਰਨ ਕਿਉਂਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਚੋਟੀ ਦੇ ਫਿਲਮੀ ਸਿਤਾਰੇ ਅਮਿਤਾਭ ਬੱਚਨ ਅਤੇ ਸ਼ਾਹਰੁਖ ਖਾਨ ਵਰਗੀਆਂ ਮਹਾਨ ਹਸਤੀਆਂ ਨੇ ਆਪਣੇ ਕੈਰੀਅਰ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਘਰ-ਬਾਰ ਛੱਡੇ ਸਨ।
ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਮਾਜ ਵਿੱਚ ਫੈਲੀ ਬੇਰੁਜ਼ਗਾਰੀ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਜਨਮ ਦਿੰਦੀ ਹੈ ਅਤੇ ਇਹ ਸਾਡੀ ਵਚਨਬੱਧਤਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਡੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਉਹ ਕੁਰਾਹੇ ਨਾ ਪੈਣ ਕਿਉਂਕਿ ‘ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ।’ ਅੱਜ ਦੇ ਸਮਾਗਮ ਵਿੱਚ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਿੱਚ ਲੜਕੀਆਂ ਵੱਲੋਂ ਲੜਕਿਆਂ ਨੂੰ ਪਛਾੜਨ ‘ਤੇ ਤਸੱਲੀ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਦਰਸਾਉਂਦਾ ਹੈ ਜੋ ਸਮਾਜ ਵਿੱਚ ਉਨ੍ਹਾਂ ਦਾ ਮਾਣ-ਸਨਮਾਨ ਵਧਾਉਣ ਦੇ ਨਾਲ-ਨਾਲ ਦਾਜ, ਲਿੰਗ ਭੇਦ, ਕੰਨਿਆ ਭਰੂਣ ਹੱਤਿਆ ਆਦਿ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਵਿੱਚ ਵੀ ਸਹਾਈ ਹੋਵੇਗਾ।
ਦੱਸਣਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿੱਚ ਕਮਿਊਨਿਟੀ ਹੈਲਥ ਅਫਸਰਾਂ, ਸਟਾਫ ਨਰਸਾਂ, ਵਾਰਡ ਅਟੈਂਡੈਂਟਾਂ ਆਦਿ ਤੋਂ ਇਲਾਵਾ ਜਲ ਸਰੋਤ ਵਿਭਾਗ ਵਿੱਚ ਐਸ.ਡੀ.ਈਜ਼. ਅਤੇ ਪੰਪ ਆਪਰੇਟਰਾਂ ਦੀਆਂ ਅਸਾਮੀਆਂ ਲਈ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ, ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਹੁਸਨ ਲਾਲ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸ਼ਰਮਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਹਾਜ਼ਰ ਸਨ।
ਆਬਕਾਰੀ ਟੀਮ ਵੱਲੋਂ ਬੇਟ ਏਰੀਏ ‘ਚ ਛਾਪੇਮਾਰੀ, 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਕੀਤੀ ਨਸ਼ਟ
30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਡਰੰਮ, 9 ਪਲਾਸਟਿਕ ਦੀਆਂ ਪਾਈਪਾਂ ਅਤੇ 12 ਬੋਰੀਆਂ ਗੁੜ ਜ਼ਬਤ
ਸੁਖਜਿੰਦਰ ਮਾਨ
ਚੰਡੀਗੜ੍ਹ, 11 ਮਈ :ਲਾਹਣ ਤੋਂ ਬਣਾਈ ਜਾਣ ਵਾਲੀ ਨਾਜਾਇਜ਼ ਸ਼ਰਾਬ ਨੂੰ ਰੋਕਣ ਲਈ ਆਬਕਾਰੀ ਟੀਮਾਂ ਵੱਲੋਂ ਮੰਗਲਵਾਰ ਤੜਕ ਸਾਰ ਲੁਧਿਆਣਾ ਜ਼ਿਲ੍ਹੇ ਦੇ ਬੇਟ ਇਲਾਕੇ ਵਿੱਚ ਛਾਪੇਮਾਰੀ ਕਰਕੇ 2.80 ਲੱਖ ਕਿਲੋਗ੍ਰਾਮ ਲਾਹਣ ਅਤੇ 100 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਅਤੇ ਇਸ ਨੂੰ ਮੌਕੇ ‘ਤੇ ਨਸ਼ਟ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਪੰਜਾਬ ਦੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਮੰਗਲਵਾਰ ਸਵੇਰੇ 5:30 ਵਜੇ ਬੇਟ ਖੇਤਰ ਵਿੱਚ ਵਿਆਪਕ ਛਾਪੇਮਾਰੀ ਕਰਨ ਲਈ ਚਾਰ ਟੀਮਾਂ ਗਠਿਤ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਰੇਂਜ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਡਾ. ਸ਼ਿਵਾਨੀ ਗੁਪਤਾ ਵੱਲੋਂ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਸ਼ਾਲਿਨ ਵਾਲੀਆ ਦੀ ਅਗਵਾਈ ਹੇਠ ਲਾਹਨ ਤੋਂ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਛਾਪੇਮਾਰੀ ਲਈ ਇਹਨਾਂ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸਤਲੁਜ ਦਰਿਆ ਦੇ ਕੰਢੇ ਦੇ ਇਲਾਕਿਆਂ/ਪਿੰਡਾਂ ਜਿਵੇਂ ਤਲਵਾਨੀ ਨਾਬਾਦ, ਬੜੂੰਦੀ ਨੇੜੇ ਗੋਰਸੀਆ, ਭੋਲੇਵਾਲ ਜੱਦੀਦ, ਰਾਜਾਪੁਰ, ਖੇੜਾ ਬੇਟ, ਮਜਾਰਾ ਕਲਾਂ, ਹਾਕਮ ਰਾਏ ਬੇਟ, ਸ਼ੇਰੇਵਾਲ, ਬਾਗੀਆਂ ਅਤੇ ਪਿੰਡ ਬਹਾਦਰ ਕੇ ਵਿੱਚ ਛਾਪੇਮਾਰੀ ਕੀਤੀ ਗਈ। ਉਹਨਾਂ ਦੱਸਿਆ ਕਿ ਕਰੀਬ 40 ਕਿਲੋਮੀਟਰ ਦੇ ਖੇਤਰ ਵਿੱਚ ਨਾਜਾਇਜ਼ ਸ਼ਰਾਬ ਬਣਾਉਣ ਦੀ ਪ੍ਰਕਿਰਿਆ ਨੂੰ ਰੋਕਣ ਲਈ ਇਹ ਮੁਹਿੰਮ ਚਲਾਈ ਗਈ ਸੀ। ਲੁਧਿਆਣਾ ਦੇ ਆਬਕਾਰੀ ਅਫਸਰਾਂ ਦੀ ਅਗਵਾਈ ਵਿੱਚ ਐਕਸਾਈਜ਼ ਇੰਸਪੈਕਟਰਾਂ ਅਤੇ ਆਬਕਾਰੀ ਪੁਲਿਸ ਸਟਾਫ਼ ਦੀਆਂ ਸਰਚ ਟੀਮਾਂ ਦੇ ਕਰੀਬ 60 ਮੈਂਬਰਾਂ ਨੇ ਵਿਆਪਕ ਛਾਪੇਮਾਰੀ ਕੀਤੀ। ਇਸ ਮੁਹਿੰਮ ਦੌਰਾਨ ਇੱਕ ਹੈਰਾਨ ਕਰਨ ਵਾਲਾ ਤੱਥ ਇਹ ਵੀ ਸਾਹਮਣੇ ਆਇਆ ਕਿ ਇਸ ਲਾਹਣ ਤੋਂ ਨਾਜਾਇਜ਼ ਸ਼ਰਾਬ ਬਣਾਉਣ ਲਈ ਲੁਧਿਆਣਾ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਸੀਵਰੇਜ ਦਾ ਪਾਣੀ ਵਰਤਿਆ ਜਾਂਦਾ ਸੀ। ਟੀਮ ਨੂੰ ਦੇਖ ਕੇ ਸ਼ਰਾਬ ਬਣਾਉਣ ਵਾਲੇ ਵਿਅਕਤੀ 30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਲੋਹੇ ਦੇ ਡਰੰਮ, ਦੋ ਐਲੂਮੀਨੀਅਮ ਦੇ ਬਰਤਨ, 9 ਪਲਾਸਟਿਕ ਪਾਈਪਾਂ ਅਤੇ ਗੁੜ ਦੀਆਂ 12 ਬੋਰੀਆਂ ਛੱਡ ਕੇ ਭੱਜ ਗਏ। ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਜਲੰਧਰ ਤੋਂ ਆਬਕਾਰੀ ਸਟਾਫ਼ ਨੂੰ ਵੀ ਦਰਿਆ ਦੇ ਦੂਜੇ ਸਿਰੇ ‘ਤੇ ਬੁਲਾਇਆ ਗਿਆ ਸੀ ਤਾਂ ਜੋ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕੇ।
ਉਹਨਾਂ ਅੱਗੇ ਦੱਸਿਆ ਕਿ ਇਹ ਮੁਹਿੰਮ ਮੰਡ ਖੇਤਰਾਂ ਅਤੇ ਪੰਜਾਬ ਦੇ ਦਰਿਆਵਾਂ ਦੇ ਕੰਢੇ ਨਾਲ ਲੱਗਦੇ ਖੇਤਰਾਂ ਵਿੱਚ ਲਾਹਣ ਤੋਂ ਨਾਜ਼ਾਇਜ ਸ਼ਰਾਬ ਬਣਾਉਣ ਵਾਲੇ ਲੋਕਾਂ ਨੂੰ ਕਾਬੂ ਕਰਨ ਵਿੱਚ ਸਹਾਈ ਹੋਵੇਗੀ ਜ਼ਿਕਰਯੋਗ ਹੈ ਕਿ ਸ਼ਰਾਬ ਬਣਾਉਣ ਲਈ ਵਰਤਿਆ ਜਾ ਰਿਹਾ ਪਾਣੀ ਉਦਯੋਗਿਕ ਇਕਾਈਆਂ ਦੇ ਰਸਾਇਣਕ ਰਹਿੰਦ-ਖੂੰਹਦ ਅਤੇ ਜ਼ਹਿਰੀਲੇ ਪਦਾਰਥਾਂ ਨਾਲ ਭਰਿਆ ਹੁੰਦਾ ਹੈ। ਇਸ ਲਈ ਕੋਈ ਵੀ ਇਸ ਨਾਜ਼ਾਇਜ ਸ਼ਰਾਬ ਪੀਣ ਵਾਲੇ ਲੋਕਾਂ ਨੂੰ ਹੋਣ ਵਾਲੇ ਖਤਰੇ ਦੀ ਕਲਪਨਾ ਕਰ ਸਕਦਾ ਹੈ। ਦਰਿਆ ਦੇ ਕਿਨਾਰਿਆਂ/ਸਰਹੱਦੀ ਖੇਤਰਾਂ ਵਿੱਚ ਲਾਹਣ ਤੋਂ ਬਣਾਈ ਜਾਣ ਵਾਲੀ ਨਾਜ਼ਾਇਜ ਸ਼ਰਾਬ ਇੱਕ ਵੱਡੀ ਚੁਣੌਤੀ ਬਣ ਗਈ ਹੈ, ਜਿਸ ਨਾਲ ਸੂਬੇ ਵਿੱਚ ਸ਼ਰਾਬ ਦੀ ਵਿਕਰੀ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ ਅਤੇ ਸੂਬੇ ਦੇ ਖਜ਼ਾਨੇ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਇਸ ਨਾਲ ਦੁਰਘਟਨਾਂਵਾਂ ਹੋਣ ਦਾ ਖਤਰਾ ਵੀ ਹੁੰਦਾ ਹੈ। ਸੂਬੇ ਵਿੱਚ ਹਰ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਖਤਮ ਕਰਨ ਦੇ ਦ੍ਰਿੜ ਸੰਕਲਪ ਅਤੇ ਸੂਬੇ ਦੇ ਮਾਲੀਏ ਨੂੰ ਹੁਲਾਰਾ ਦੇਣ ਲਈ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਇਸ ਕੁਤਾਹੀ ਵਿਰੁੱਧ ਵਿਆਪਕ ਮੁਹਿੰਮ ਚਲਾਈ ਗਈ ਹੈ।
ਮਿੰਨੀ ਬੱਸ ਪਲਟਣ ਕਾਰਨ ਚਾਰ ਸਵਾਰੀਆਂ ਦੀ ਮੌਤ, ਅੱਧੀ ਦਰਜ਼ਨ ਹੋਏ ਜਖ਼ਮੀ
ਸੁਖਜਿੰਦਰ ਮਾਨ
ਜਲਾਲਾਬਾਦ, 10 ਮਈ: ਅੱਜ ਸਵੇਰੇ ਨਜਦੀਕੀ ਪਿੰਡ ਕੱਟਿਆਂਵਾਲੀ ਦੇ ਖੇਤਾਂ ’ਚ ਇੱਕ ਮਿੰਨੀ ਬੱਸ ਪਲਟਣ ਕਾਰਨ ਚਾਰ ਸਵਾਰੀਆਂ ਦੀ ਮੌਤ ਹੋ ਗਈ ਜਦੋਂਕਿ ਕਈ ਜਣੇ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਉਕਤ ਮਿੰਨੀ ਬੱਸ ਮੰਡੀ ਰੋਡੇਵਾਲੀ ਤੋਂ ਜਲਾਲਾਬਾਦ ਵੱਲ ਆ ਰਹੀ ਸੀ। ਇਸ ਦੌਰਾਨ ਪਿੰਡ ਕੱਟਿਆਂਵਾਲੀ ਕੋਲ ਇਹ ਹਾਦਸਾ ਵਾਪਰ ਗਿਆ। ਘਟਨਾ ਸਮੇਂ ਬੱਸ ਸਵਾਰੀਆਂ ਨਾਲ ਭਰਪੀ ਹੋਈ ਸੀ। ਉਧਰ ਘਟਨਾ ਦਾ ਪਤਾ ਚੱਲਦੇ ਹੀ ਜਲਾਲਾਬਾਦ ਹਲਕੇ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਅਪਣੇ ਸਮਰਥਕਾਂ ਨਾਲ ਮੌਕੇ ’ਤੇ ਪੁੱਜ ਗਏ ਸਨ, ਜਿੰਨ੍ਹਾਂ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਿਚ ਸਹਿਯੋਗ ਕੀਤਾ।
ਵੱਧ ਤੋਂ ਵੱਧ ਗਿਣਤੀ ਵਿਚ ਖਿਡਾਰੀਆਂ ਦੇ ਉਤਸਾਹਵਰਧਨ ਲਈ ਅੱਗੇ ਆਉਣ ਲੋਕ – ਮੁੱਖ ਮੰਤਰੀ
-ਖੇਡਾਂ ਦੀ ਮੇਜਬਾਨੀ ਦਾ ਮੌਕਾ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ – ਮੁੱਖ ਮੰਤਰੀ
-ਮੁੱਖ ਮੰਤਰੀ ਨੇ ਪ੍ਰਗਟਾਈ ਇੱਛਾ, ਖੇਡੋ ਇੰਡੀਆ ਯੂਥ ਗੇਮਸ-2021 ਵਿਚ ਪਹਿਲਾ ਆਵੇ ਹਰਿਆਣਾ
ਹਰਿਆਣਾ ਨੂੰ ਖੇਡਾਂ ਦਾ ਹੱਬ ਬਨਾਉਣ ਦੀ ਦਿਸ਼ਾ ਵਿਚ ਕੰਮ ਕਰ ਰਹੀ ਸਰਕਾਰ – ਮਨੋਹਰ ਲਾਲ
ਗੁਰੂਗ੍ਰਾਮ ਵਿਚ ਪ੍ਰਬੰਧਿਤ ਹੋਈ ਖੇਡੋ ਇੰਡੀਆ ਯੂਥ ਗੇਮਸ-2021 ਦੀ ਪ੍ਰਮੋਸ਼ਨ ਸੈਮੇਮਨੀ
ਸੁਖਜਿੰਦਰ ਮਾਨ
ਚੰਡੀਗੜ੍ਹ, 10 ਮਈ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਖੇਡੋਂ ਇੰਡੀਆ ਯੂਥ ਗੇਮਸ-2021 ਦਾ ਕਾਉਂਟਡਾਉਨ ਸ਼ੁਰੂ ਹੋ ਚੁੱਕਾ ਹੈ। ਇੰਨ੍ਹਾ ਖੇਡਾਂ ਦੇ ਲਈ 25 ਦਿਨ ਯਾਨੀ 600 ਘੰਟੇ ਬਾਕੀ ਰਹਿ ਗਏ ਹਨ। ਅੱਜ ਦਾ ਇਹ ਪ੍ਰੋਗ੍ਰਾਮ ਸਾਰਿਆਂ ਨੂੰ ਸੰਦੇਸ਼ ਦੇ ਲਈ ਹੈ ਕਿ ਸਾਰਿਆਂ ਨੂੰ ਇੰਨ੍ਹਾਂ ਖੇਡਾਂ ਵਿਚ ਹਿੱਸਾ ਲੈ ਰਹੇ ਖਿਡਾਰੀਆਂ ਦੇ ਉਤਸਾਨ ਵਧਾਉਣ ਲਈ ਅੱਗੇ ਆਉਣ ਹੈ। ਉਨ੍ਹਾਂ ਨੇ ਇੱਛਾ ਜਤਾਈ ਕਿ ਹਰਿਆਣਾ ਦੇ ਖਿਡਾਰੀ ਇੰਨ੍ਹਾਂ ਖੇਡਾਂ ਵਿਚ ਵੀ ਸੂਬੇ ਨੂੰ ਵੈਸੇ ਹੀ ਪਹਿਲਾ ਲੈ ਕੇ ਆਉਣ ਜਿਵੇਂ ਉਹ ਓਲੰਪਿਕ ਅਤੇ ਦੂਜੇ ਕੌਮਾਂਤਰੀ ਮੁਕਾਬਲਿਆਂ ਵਿਚ ਵੀ ਦੇਸ਼ ਵਿਚ ਸੱਭ ਤੋਂ ਅੱਗੇ ਲੈ ਕੇ ਆਉਂਦੇ ਹਨ। ਖੇਡੋ ਇੰਡੀਆ ਯੂਥ ਗੇਮਸ-2021 ਵਿਚ ਖਿਡਾਰੀਆਂ ਸਮੇਤ ਦਰਸ਼ਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਕਰਨ ਲਈ ਹੋਰ ਵਿਸ਼ੇਸ਼ ਤੌਰ ‘ਤੇ ਕੌਮੀ ਰਾਜਧਾਨੀ ਖੇਤਰ ਵਿਚ ਇੰਡੀਆ ਯੂਥ ਗੇਮਸ-2021 ਦੇ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਅੱਜ ਗੁਰੂਗ੍ਰਾਮ ਵਿਚ ਪ੍ਰਮੋਸ਼ਨ ਪ੍ਰੋਗ੍ਰਾਮ ਪ੍ਰਬੰਧਿਤ ਕੀਤਾ ਗਿਆ। ਇਸ ਪ੍ਰੋਗ੍ਰਾਮ ਵਿਚ ਕੈਬੀਨੇਟ ਮੰਤਰੀ ਸ੍ਰੀ ਬਨਵਾਰੀ ਲਾਲ ਖੇਡ ਤੇ ਯੂਵਾ ਮਾਮਲੇ ਰਾਜ ਮੰਤਰੀ ਸੰਦੀਪ ਸਿੰਘ, ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ, ਖੇਡ ਅਤੇ ਯੁਵਾ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਖਿਡਾਰੀਆਂ ਸਮੇਤ ਕਈ ਮਾਣਯੋਕਗ ਵਿਅਕਤੀ ਮੌਜੂਦ ਰਹੇ।
ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਖੇਡਾਂ ਦੇ ਲਈ ਪੂਰੇ ਦੇਸ਼ ਤੋਂ ਲੋਕ ਆਉਣਗੇ, ਜਿਸ ਨਾਲ ਇੱਥੇ ਮਿਨੀ ਭਾਰਤ ਦਾ ਦਰਸ਼ਨ ਹੋਵੇਗਾ। ਇਹ ਵਿਸ਼ਾਲ ਪ੍ਰੋਗ੍ਰਾਮ ਹੈ, ਖੇਡਾਂ ਵਿਚ 8500 ਤੋਂ ਵੱਧ ਏਥਲੀਟ ਹਿੱਸਾ ਲੈਣਗੇ।ਇਸ ਤੋਂ ਇਲਾਵਾ, ਲੱਖਾਂ ਦਰਸ਼ਕ ਇੰਨ੍ਹਾਂ ਖੇਡਾਂ ਵਿਚ ਸ਼ਾਮਿਲ ਹੋਣਗੇ। ਪ੍ਰੋਗ੍ਰਾਮ ਸਿਰਫ ਪੰਚਕੂਲਾ ਵਿਚ ਹੀ ਨਹੀਂ ਸਗੋ ਚੰਡੀਗੜ੍ਹ, ਅੰਬਾਲਾ, ਸ਼ਾਹਬਾਦ ਅਤੇ ਦਿੱਲੀ ਵਿਚ ਵੀ ਹੋਣਗੇ। ਪੂਰੇ ਹਰਿਆਣਾ ਵਿਚ ਇਸ ਦੇ ਪ੍ਰੋਗ੍ਰਾਮ ਹੋਣਗੇ ਅਤੇ ਪੂਰੇ ਹਰਿਆਣਾ ਦੇ ਦਰਸ਼ਕ ਇੰਨ੍ਹਾਂ ਖੇਡਾਂ ਨੂੰ ਦੇਖਣ ਪਹੁੰਚਣਗੇ। ਮੁੱਖ ਮੰਤਰੀ ਨੇ ਕਿਹਾ ਕਿ ਵੱਧ ਤੋਂ ਵੱਧ ਗਿਣਤੀ ਵਿਚ ਲੋਕ ਖਿਡਾਰੀਆਂ ਦੇ ਉਤਸਾਹ ਵਧਾਉਣ ਲਈ ਇੰਨ੍ਹਾਂ ਖੇਡਾਂ ਵਿਚ ਪਹੁੰਚਣ, ਖਾਸਕਰ ਨੋਜੁਆਨ ਖਿਡਾਰੀ ਵੱਧ ਗਿਣਤੀ ਵਿਚ ਇੰਨ੍ਹਾਂ ਖੇਡਾਂ ਵਿਚ ਸ਼ਾਮਿਲ ਹੋਣ। ਮੁੱਖ ਮੰਤਰੀ ਨੇ ਖੇਡਾਂ ਦੀ ਮੇਜਬਾਨੀ ਦਾ ਮੌਕਾ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਪ੍ਰਗਟਾਇਆ ਅਤੇ ਕਿਹਾ ਕਿ ਸ਼ਾਇਦ ਇਹ ਪਹਿਲਾ ਮੌਕਾ ਹੈ ਜਦੋਂ ਹਰਿਆਣਾ ਨੂੰ ਇੰਨ੍ਹਾਂ ਵੱਡਾ ਮੌਕਾ ਮਿਲਿਆ ਹੈ। ਅਸੀਂ ਇੰਨ੍ਹਾਂ ਖੇਡਾਂ ਵਿਚ ਚੰਗੀ ਭੁਮਿਕਾ ਨਿਭਾਵਾਂਗੇ। ਹਰਿਆਣਾ ਇੰਨ੍ਹਾਂ ਖੇਡਾਂ ਵਿਚ ਪਹਿਲਾ ਆਵੇ ਇਹ ਮੈਂ ਚਾਹੁੰਦਾ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਹਰਅਿਾਣਾ ਦੀ ਮਿੱਟੀ ਵਿਚ ਖੇਡ ਰਚੇ-ਬਸੇ ਹਨ। ਸਾਡੇ ਪਿੰਡ-ਪਿੰਡ ਵਿਚ ਅਖਾੜੇ ਬਣੇ ਹਨ, ਖੇਡ ਮੈਦਾਨ ਹਨ। ਸਾਡੇ ਇੱਥੇ ਦੁੱਧ ਦਾੀ ਦਾ ਖਾਨਾ ਵਰਗੀ ਕਹਾਵਤਾਂ ਹਨ। ਯਾਨੀ ਚੰਗਾ ਖਾਓ ਅਤੇ ਸਿਹਤਮੰਦ ਰਹੋ। ਇਸੀ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਡਾਇਟ ਮਨੀ ਨੂੰ 250 ਤੋਂ ਵਧਾ ਕੇ 400 ਰੁਪਏ ਰੋਜਾਨਾ ਕੀਤਾ ਹੈ। ਖੇਡ ਲਈ ਸੱਭ ਤੋਂ ਪਹਿਲਾਂ ਸ਼ਰੀਰ ਦਾ ਤਾਕਤਵਰ ਹੋਣਾ ਜਰੂਰੀ ਹੈ। ਖਿਡਾਰੀ ਸ਼ਰੀਰ ਨੂੰ ਤਾਕਤਵਰ ਬਣਾਏਗਾ ਅਤੇ ਫਿਰ ਅਭਿਆਸ ਕਰੇਗਾ ਤਾਂ ਚੰਗਾ ਰਿਜਲਟ ਆਵੇਗਾ। ਸਰਕਾਰ ਨੇ ਖਿਡਾਰੀਆਂ ਦੇ ਅਭਿਆਸ ਕਰਨ ਦੇ ਲਈ ਬਿਹਤਰੀਨ ਇਫ੍ਰਾਸਟਕਚਰ ਤਿਆਰ ਕੀਤਾ ਹੈ। ਪਿਛਲੇ ਸਾਲ ਖੇਡ ਇੰਫ੍ਰਾਸਟਕਚਰ ‘ਤੇ 526 ਕਰੋੜ ਰੁਪਏ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਨ ਸਾਨੂੰ ਹਰਿਆਣਾ ਨੂੰ ਖੇਡਾਂ ਦਾ ਹੱਬ ਬਨਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਖਿਡਾਰੀਆਂ ਨੇ ਓਲੰਪਿਕ, ਪੈਰਾਲੰਪਿਕ ਸਮੇਤ ਏਸ਼ੀਅਨ ਖੇਡਾਂ ਵਿਚ ਬਿਹਤਰ ਪ੍ਰਦਰਸ਼ਨ ਕੀਤਾ ਹੈ। ਸਾਨੂੰ ਇਸ ਗੱਲ ‘ਤੇ ਮਾਣ ਹੈ ਕਿ ਹਰਿਆਣਾ ਖੇਡਾਂ ਵਿਚ ਬਹੁਤ ਅੱਗੇ ਹਨ। ਦੇਸ਼ ਦੁਨੀਆ ਦੇ ਲੋਕ ਰਿਸਰਚ ਕਰਨ ਨਿਕਲੇ ਹਨ ਕਿ ਕੌਮਾਂਤਰੀ ਖੇਡਾਂ ਵਿਚ ਹਰਿਆਣਾ ਦੇ ਇੰਨ੍ਹੇ ਮੈਡਲ ਕਿਵੇਂ ਆਏ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਦਾ ਇਕ ਵਫਦ 15 ਦਿਨ ਤਕ ਹਰਿਆਣਾ ਵਿਚ ਰਿਹਾ ਜਿਸ ਨੇ ਖੇਡ ਅਤੇ ਖਿਡਾਰੀਆਂ ਨੂੰ ਲੈ ਕੇ ਜਾਣਕਾਈ ਜੁਟਾਈ। ਇਸ ਤੋਂ ਇਲਾਵਾ, ਹੋਰ ਸੂਬਿਆਂ ਦੇ ਲੋਕ ਵੀ ਹਰਿਆਣਾ ਦੀ ਖੇਡ ਨੀਤੀ ਦੇ ਬਾਰੇ ਵਿਚ ਪੁੱਛਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਚ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਪੁਰਸਕਾਰ ਰਕਮ ਸੱਭ ਤੋਂ ਵੱਧ ਹੈ। ਖਿਡਾਰੀਆਂ ਦੇ ਲਈ ਕਲਾਸ ਵਨ ਤੋਂ ਕਲਾਸ ਫੋਰ ਤਕ ਦੇ ਅਹੁਦਿਆਂ ਦੀ ਸਿੱਧੀ ਭਰਤੀ ਵਿਚ ਰਾਖਵਾਂ ਦਾ ਪ੍ਰਾਵਧਾਨ ਕੀਤਾ ਗਿਆ ਹੈ। ਉਨ੍ਹਾਂ ਦੇ ਲਈ ਖੇਡ ਵਿਭਾਗ ਵਿਚ 550 ਨਵੇਂ ਅਹੁਦੇ ਸ੍ਰਿਜਤ ਕੀਤੇ ਗਏ ਹਨ। ਇਸ ਤੋਂ ਇਲਾਵਾ, 156 ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੈ। ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਖਿਡਾਰੀ ਆਪਣੇ ਵਿਭਾਗਾਂ ਵਿਚ ਕਰਮਚਾਰੀਆਂ ਦੇ ਵਿਚ ਖੇਡ ਨੂੰ ਕਿਵੇਂ ਪ੍ਰੋਤਸਾਹਿਤ ਕਰਨ ਇਸ ‘ਤੇ ਫੋਕਸ ਕਰਨਾ ਚਾਹੀਦਾ ਹੈ। ਕਰਮਚਾਰੀਆਂ ਵਿਚ ਖੇਡ ਦੀ ਭਾਵਨਾ ਬਣੀ ਰਹੇਗੀ ਤਾਂ ਉਨ੍ਹਾ ਦਾ ਕੰਮ ਕਰਨ ਦੀ ਸਮਰੱਥਾ ਵਧੇਗੀ, ਮਨ ਚੰਗਾ ਰਹੇਗਾ ਅਤੇ ਦਿਮਾਗ ਤੇਜ ਹੋਵੇਗਾ।
ਵਰਨਣਯੋਗ ਹੈ ਕਿ 7 ਮਈ ਨੂੰ ਪੰਚਕੂਲਾ ਦੇ ਇੰਦਰਧਨੁਸ਼ ਓਡੀਟੋਰਿਅਮ ਵਿਚ ਸ਼ਨੀਵਾਰ ਨੂੰ ਖੇਡੋ ਇੰਡੀਆ ਯੂਥ ਗੇਮਸ-2021 ਦੇ ਚੌਥੇ ਸੀਜਨ ਦਾ ਸ਼ਾਨਦਾਨ ਅਤੇ ਵੱਡਾ ਆਗਾਜ ਹੋਇਆ ਹੈ। ਇਸ ਲਾਂਚ ਪ੍ਰੋਗ੍ਰਾਮ ਵਿਚ ਖੇਡੋ ਇੰਡੀਆ ਯੂਥ ਗੇਮਸ-2021 ਦਾ ਮਸਕਟ, ਲੋਗੋ, ਜਰਸੀ ਅਤੇ ਥੀਮ ਗੀਤ ਵੀ ਲਾਂਚ ਕੀਤਾ ਗਿਆ। ਲਾਚਿੰਗ ਸੈਰੇਮਨੀ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉੱਥੇ ਹੀ ਵਿਸ਼ੇਸ਼ ਮਹਿਮਾਨਵਜੋ ਕੇਂਦਰੀ ਖੇਡ, ਯੁਵਾ ਮਾਮਲੇ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ੍ਰੀ ਅਨੁਰਾਗ ਠਾਕੁਰ ਵੀ ਸ਼ਾਮਿਲ ਹੋਏ ਸਨ। ਖੇਡੋਂ ਇੰਡੀਆ ਯੁਥ ਗੇਮਸ-2021 ਦਾ ਪ੍ਰਬੰਧ 4 ਜੂਨ ਤੋਂ 13 ਜੂਨ, 2022 ਤਕ ਰਾਜ ਸਰਕਾਰ ਅਤੇ ਭਾਰਤੀ ਖੇਡ ਅਥਾਰਿਟੀ (ਸਾਈ), ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਸੰਯੁਕਤ ਰੂਪ ਨਾਲ ਕੀਤਾ ਜਾ ਰਿਹਾ ਹੈ। ਇਸ ਸ਼ਾਨਦਾਰ ਪ੍ਰਬੰਧ ਵਿਚ 25 ਤਰ੍ਹਾ ਦੇ ਖੇਡ ਪ੍ਰਬੰਧਿਤ ਹੋਣਗੇ, ਜਿਨ੍ਹਾਂ ਵਿਚ ਪੰਜ ਪਰੰਪਰਾਗਤ ਖੇਡ ਜਿਵੇਂ ਗਤਕਾ, ਕਲਾਰੀਪੱਟੂ, ਥਾਂਗ-ਤਾ, ਮਲਖੰਭ ਅਤੇ ਯੋਗਸਸਨ ਸ਼ਾਮਿਲ ਹਨ। ਇਹ ਖੇਡ ਪੰਜ ਸਥਾਨਾਂ ਪੰਚਕੂਲਾ, ਅੰਬਾਲਾ, ਸ਼ਾਹਬਾਦ, ਚੰਡੀਗੜ੍ਹ ਅਤੇ ਦਿੱਲੀ ਵਿਚ ਪ੍ਰਬੰਧਿਤ ਹੋਣਗੇ। ਖੇਡੋਂ ਇੰਡੀਆ ਯੂਥ ਗੇਮਸ-2021 ਵਿਚ 8500 ਤੋਂ ਵੱਧ ਏਥਲੀਟਸ ਹਿੱਸਾ ਲੈਣਗੇ। ਇਸ ਤੋਂ ਇਲਾਵਾ, ਲੱਖਾਂ ਦਰਸ਼ਕ ਇੰਨ੍ਹਾਂ ਖੇਡਾਂ ਦੇ ਗਵਾਹ ਬਨਣਗੇ।
ਭਗਵੰਤ ਮਾਨ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ
ਪੰਜਾਬ ਨੂੰ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਦੁਹਰਾਈ
ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਉੱਨਤ ਢੰਗ-ਤਰੀਕੇ ਅਪਣਾਉਣ ਲਈ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾਵੇਗਾ
ਲੁਧਿਆਣਾ, 10 ਮਈ: ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਇੱਕ ਨਿੱਜੀ ਰਿਜ਼ੋਰਟ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਤੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸੁਝਾਅ ਮੰਗੇ।ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰੀ ਸਿੱਖਿਆ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਗਿਆ ਹੈ।ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਅਧਿਆਪਕਾਂ ਦੀ ਬੇਮਿਸਾਲ ਕਾਬਲੀਅਤ ਅਤੇ ਸਮਰੱਥਾਵਾਂ ‘ਤੇ ਕੋਈ ਸ਼ੱਕ ਨਹੀਂ ਹੈ, ਪਰ ਸਰਕਾਰੀ ਸਿੱਖਿਆ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਲੋਕਾਂ ਦੀ ਪੂਰਨ ਸ਼ਮੂਲੀਅਤ ਅਤੇ ਸਹਿਯੋਗ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਾਨੂੰ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਦੀ ਵੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਪ੍ਰਦਾਨ ਕਰਨ ਵਾਲਾ ਬਣਾਇਆ ਜਾ ਸਕੇ।
ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਵਿਵਹਾਰਕ ਬਣਾਉਣ ਦੇ ਨਾਲ-ਨਾਲ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਵਧੇਰੇ ਢੁਕਵੀਂ ਅਤੇ ਲਾਹੇਵੰਦ ਬਣਾਉਣ ਲਈ ਅਧਿਆਪਕਾਂ ਨੂੰ ਪੂਰਾ ਸਹਿਯੋਗ ਦੇਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਉਦਯੋਗ ਨੂੰ ਵਾਪਸ ਲਿਆ ਕੇ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ ਜਿੱਥੇ ਸਾਡੇ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਲਈ ਉੱਚ ਪ੍ਰਤੀਸ਼ਤਤਾ ਪ੍ਰਾਪਤ ਕਰਨ ‘ਤੇ ਧਿਆਨ ਦੇਣ ਦੀ ਬਜਾਏ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
ਦਿੱਲੀ ਵਿੱਚ ਸਿੱਖਿਆ ਦੇ ਖੇਤਰ ‘ਚ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਚਾਰ ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਹਰ ਸਾਲ 450 ਵਿਦਿਆਰਥੀ ਆਈਆਈਟੀ ਵਰਗੇ ਵੱਕਾਰੀ ਅਦਾਰਿਆਂ ਵਿੱਚ ਦਾਖਲਾ ਲੈਂਦੇ ਹਨ ਅਤੇ ਦਿੱਲੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 10,000 ਕਮਰੇ ਬਣਾਏ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਿੱਖਿਆ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਸਾਡੇ ਅਧਿਆਪਕਾਂ ਨੂੰ ਦਿੱਲੀ ਦੇ ਸਕੂਲਾਂ ਅਤੇ ਵਿਦੇਸ਼ਾਂ ਵਿੱਚ ਵੀ ਵਿਦਿਅਕ ਟੂਰਾਂ ‘ਤੇ ਸਿੰਗਾਪੁਰ, ਸਵਿਟਜ਼ਰਲੈਂਡ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿੱਚ ਸਿੱਖਿਆ ਸਿਖਲਾਈ ਲਈ ਸਰਕਾਰੀ ਖਰਚੇ ‘ਤੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਡੇ ਅਧਿਆਪਕਾਂ ਦੇ ਵਿਚਾਰਾਂ ਤੋਂ ਇਲਾਵਾ ਸਿੱਖਿਆ ਦਾ ਦਿੱਲੀ ਮਾਡਲ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਸਰਕਾਰੀ ਸਕੂਲਾਂ ਨੂੰ ਅਪਣਾਉਣ ਲਈ ਤਿਆਰ ਹਨ ਪਰ ਉਨ੍ਹਾਂ ਦੇ ਪੈਸੇ ਦੀ ਵਰਤੋਂ ਵਿਦਿਆਰਥੀਆਂ ਨੂੰ ਆਧੁਨਿਕ ਵਿੱਦਿਅਕ ਤਕਨੀਕਾਂ ਮੁਹੱਈਆ ਕਰਵਾਉਣ ਲਈ ਕੀਤੀ ਜਾਣੀ ਚਾਹੀਦੀ ਹੈ ਨਾ ਕਿ ਸਿਰਫ਼ ਕਮਰੇ ਬਣਾਉਣ ਲਈ।ਭਗਵੰਤ ਮਾਨ ਨੇ ਸਰਵੋਤਮ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਲਈ ਸਾਲਾਨਾ ਇਨਾਮਾਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਹਰ ਸਾਲ ਵਧੀਆ ਕਾਰਗੁਜ਼ਾਰੀ ਵਾਲੇ 10 ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਵਿਦਿਅਕ ਸੁਧਾਰਾਂ ਲਈ ਅਧਿਆਪਕਾਂ ਤੋਂ ਵਿਚਾਰ ਅਤੇ ਸੁਝਾਅ ਲੈਣ ਲਈ ਇੱਕ ਆਨਲਾਈਨ ਪੋਰਟਲ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਪੋਰਟਲ ਰਾਹੀਂ ਆਨਲਾਈਨ ਵਿਚਾਰ ਭੇਜਣੇ ਚਾਹੀਦੇ ਹਨ ਤਾਂ ਜੋ ਸਿੱਖਿਆ ਦੀ ਰਵਾਇਤੀ ਪ੍ਰਣਾਲੀ ਨੂੰ ਬਦਲ ਕੇ ਸਿੱਖਿਆ ਪ੍ਰਣਾਲੀ ਨੂੰ ਪੇਪਰ ਰਹਿਤ, ਡਿਜ਼ੀਟਲ ਤੌਰ ‘ਤੇ ਸਮਰੱਥ ਬਣਾਇਆ ਜਾ ਸਕੇ ਅਤੇ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੀ ਸ਼ੁਰੂਆਤ ਕੀਤੀ ਜਾ ਸਕੇ।
ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਦੀ ਤਰਜ਼ ‘ਤੇ ਪੰਜਾਬ ਸਰਕਾਰ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਲਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਹੋਰ ਡਿਊਟੀਆਂ ਲਗਾ ਕੇ ਕਾਫੀ ਸਮਾਂ ਬਰਬਾਦ ਕੀਤਾ ਜਾਂਦਾ ਹੈ ਜਿਸ ਕਾਰਨ ਉਹ ਪੜ੍ਹਾਉਣ ਦੇ ਕੰਮ ‘ਤੇ ਧਿਆਨ ਨਹੀਂ ਦੇ ਪਾ ਰਹੇ ਹਨ।
ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਨੂੰ ਪੁਸਤਕ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਸਾਰੇ ਅਧਿਆਪਕਾਂ ਦੇ ਵਿਚਾਰਾਂ ਅਤੇ ਸੁਝਾਵਾਂ ਦਾ ਸੁਆਗਤ ਕੀਤਾ ਜਾਵੇਗਾ ਅਤੇ ਹਰੇਕ ਸੁਝਾਅ ਨੂੰ ਧਿਆਨ ਨਾਲ ਵਿਚਾਰਿਆ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਬਣਾਉਣ ਲਈ ਸਾਰਥਕ ਵਿਚਾਰਾਂ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਇਮਾਨਦਾਰੀ, ਲਗਨ ਅਤੇ ਸਖ਼ਤ ਮਿਹਨਤ ਵਾਲੀ ਕਾਰਗੁਜ਼ਾਰੀ ਦਾ ਸਨਮਾਨ ਕੀਤਾ ਜਾਵੇਗਾ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਬੇਈਮਾਨੀ ਲਈ ਕੋਈ ਥਾਂ ਨਹੀਂ ਹੈ।
ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ, ਸਿੱਖਿਆ ਸ਼ਾਸਤਰੀ ਡਾ.ਕੇ.ਐਨ.ਐਸ. ਕੰਗ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵੇਨੂੰ ਪ੍ਰਸਾਦ, ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ, ਡੀ.ਜੀ.ਐਸ.ਈ. ਪ੍ਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਆਈ.ਜੀ. ਐਸ.ਪੀ.ਐਸ. ਪਰਮਾਰ ਸ਼ਾਮਲ ਸਨ।




