ਸੁਖਜਿੰਦਰ ਮਾਨ
ਬਠਿੰਡਾ, 2 ਅਪ੍ਰੈਲ : ਇੱਥੇ ਡਿਪਟੀ ਕਮਿਸ਼ਨਰ ਵਜੋਂ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਚਾਰਜ ਸੰਭਾਲ ਲਿਆ ਹੈ। 2013 ਬੈਚ ਦੇ ਆਈਏਐਸ ਅਧਿਕਾਰੀ ਸ਼੍ਰੀ ਸ਼ੌਕਤ ਅਹਿਮਦ ਪਰੇ ਇਸ ਤੋਂ ਪਹਿਲਾ ਮੁੱਖ ਮੰਤਰੀ ਦੇ ਵਧੀਕ ਪ੍ਰਿੰਸੀਪਲ ਸੈਕਟਰੀ ਤੋਂ ਇਲਾਵਾ ਵਧੀਕ ਕਮਿਸ਼ਨਰ ਕਰ ਤੇ ਆਬਕਾਰੀ ਪਟਿਆਲਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ਤੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਕੋਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਮੇਲਾ ਅਤੇ ਮਾਈਸਰਖ਼ਾਨਾ ਵਿਖੇ ਲੱਗਣ ਵਾਲੇ ਮੇਲੇ ਤੋਂ ਇਲਾਵਾ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਨਿਰਦੇਸ਼ ਵੀ ਦਿੱਤੇ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਦਫ਼ਤਰ ਆਉਣ ਵਾਲੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵੀ ਵਿਸ਼ਵਾਸ ਦਿਵਾਇਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸਪੀ ਸਪੈਸ਼ਲ ਬਰਾਂਚ ਸ਼ਮੀਰ ਵਰਮਾ, ਐਸਡੀਐਮ ਬਠਿੰਡਾ ਸ਼੍ਰੀ ਕੰਵਰਜੀਤ ਸਿੰਘ, ਐਸਡੀਐਮ ਰਾਮਪੁਰਾ ਸ਼੍ਰੀ ਨਵਦੀਪ ਕੁਮਾਰ, ਡੀਐਸਪੀ ਹੈਡ ਕੁਆਰਟਰ ਸ਼੍ਰੀ ਸੰਜੀਵ ਸਿੰਗਲਾ, ਡੀਐਸਪੀ ਸਿਟੀ ਟੂ ਸ਼੍ਰੀ ਆਸ਼ਵੰਤ ਸਿੰਘ ਧਾਲੀਵਾਲ ਅਤੇ ਡੀਆਰਓ ਸਰੋਜ ਰਾਣੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ
ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸ਼ੌਕਤ ਅਹਿਮਦ ਨੇ ਸੰਭਾਲਿਆ ਚਾਰਜ
ਔਰਤਾਂ ਅਤੇ ਬੱਚਿਆਂ ਦੇ ਸ਼ਕੀਤਕਰਨ ਲਈ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ: ਡਾ. ਬਲਜੀਤ ਕੌਰ
ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਨੇ 9 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਜ਼ੋਨਲ ਕਾਨਫਰੰਸ ਕਰਵਾਈ
ਸੁਖਜਿੰਦਰ ਮਾਨ
ਚੰਡੀਗੜ੍ਹ, 2 ਅਪਰੈਲ:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਦੇਸ਼ ਦੀਆਂ ਔਰਤਾਂ ਅਤੇ ਬੱਚਿਆਂ ਦੇ ਸ਼ਕਤੀਕਰਨ ਦਾ ਟੀਚੇ ਹਾਸਲ ਕਰਨ ਲਈ ਕੇਂਦਰੀ ਸਹਾਇਤਾ ਪ੍ਰਾਪਤ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ ਹੈ।ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ 9 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਕਰਵਾਈ ਗਈ ਜ਼ੋਨਲ ਕਾਨਫਰੰਸ ਮੌਕੇ ਬੋਲਦਿਆਂ ਡਾ. ਕੌਰ ਨੇ ਕਿਹਾ ਕਿ ਔਰਤਾਂ ਅਤੇ ਬੱਚਿਆਂ ਨੂੰ ਹਰ ਖੇਤਰ ਵਿੱਚ ਬਰਾਬਰ ਮੌਕੇ ਲੋੜੀਂਦੇ ਹਨ ਅਤੇ ਸਿੱਖਿਆ ਸਮਾਜ ਦੇ ਇਨ੍ਹਾਂ ਵਰਗਾਂ ਨੂੰ ਆਤਮ ਨਿਰਭਰ ਤੇ ਸਸ਼ਕਤ ਬਣਾਉਣ ਲਈ ਇੱਕ ਮੋਹਰੀ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਿੰਸਾ ਅਤੇ ਬੇਇਨਸਾਫ਼ੀ ਚਿੰਤਾ ਦਾ ਮੁੱਖ ਵਿਸ਼ਾ ਹਨ, ਜੋ ਸਮੁੱਚੇ ਵਿਕਾਸ ਵਿੱਚ ਰੁਕਾਵਟ ਪੈਦਾ ਕਰਦੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਕੇਂਦਰੀ ਨੀਤੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅੜਿੱਕਾ ਡਾਹੁਣ ਵਾਲੀਆਂ ਸਾਰੀਆਂ ਸਮਾਜਿਕ ਊਣਤਾਈਆਂ ਨੂੰ ਦੂਰ ਕਰਨ ਦੇ ਲਿਹਾਜ਼ ਨਾਲ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ, ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ (ਜਿਨ੍ਹਾਂ ਦੀ ਭਾਰਤ ਵਿੱਚ 67.7 ਫੀਸਦ ਆਬਾਦੀ ਹੈ) ਨੂੰ ਸ਼ਕਤੀਕਰਨ ਅਤੇ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਿਰੰਤਰ ਅਤੇ ਸਾਮਾਨ ਵਿਕਾਸ ਅਤੇ ਸੇਧਪੂਰਨ ਆਰਥਿਕ ਅਤੇ ਸਮਾਜਿਕ ਤਬਦੀਲੀਆਂ ਲਿਆਉਣ ਲਈ ਸੁਰੱਖਿਅਤ ਮਾਹੌਲ ਵਿੱਚ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।
ਸ਼੍ਰੀਮਤੀ ਇਰਾਨੀ ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਲਈ ਰਾਜ ਦੀ ਕਾਰਵਾਈ ਵਿਚਲੇ ਖੱਪਿਆਂ ਨੂੰ ਦੂਰ ਕਰਨਾ ਅਤੇ ਲਿੰਗ ਸਮਾਨਤਾ ਅਤੇ ਬਾਲ ਕੇਂਦਰਿਤ ਕਾਨੂੰਨ, ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਤਰਾਲੇ ਦੀਆਂ 3 ਮਹੱਤਵਪੂਰਨ ਸਕੀਮਾਂ : ਮਿਸ਼ਨ ਪੋਸ਼ਨ 2.0, ਮਿਸ਼ਨ ਸ਼ਕਤੀ ਅਤੇ ਮਿਸ਼ਨ ਵਤਸੱਲਿਆ ਨੂੰ ਮਿਸ਼ਨ ਮੋਡ ਵਿੱਚ ਲਾਗੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।
ਕਣਕ ਖਰੀਦ ਸਬੰਧੀ ਕਿਸਾਨਾਂ ਨੂੰ ਨਾ ਆਉਣ ਦਿੱਤੀ ਜਾਵੇ ਕੋਈ ਸਮੱਸਿਆ-ਡਿਪਟੀ ਕਮਿਸ਼ਨਰ
ਖ਼ਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ
ਮੰਡੀਆਂ ਵਿਚ ਕਣਕ ਦੀ ਸੁੱਕੀ ਫ਼ਸਲ ਲੈ ਕੇ ਆਉਣ ਕਿਸਾਨ
ਸੁਖਜਿੰਦਰ ਮਾਨ
ਬਠਿੰਡਾ, 2 ਅਪ੍ਰੈਲ : ਕਣਕ ਖਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਤੁਰੰਤ ਮੁਕੰਮਲ ਕੀਤੇ ਜਾਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਲੇਕ ਵਿਊ ਵਿਖੇ ਕਣਕ ਦੀ ਖ਼ਰੀਦ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਬੈਠਕ ਦੌਰਾਨ ਕੀਤਾ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ ਜਾਂ ਆੜਤੀਏ ਨੂੰ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਖਰੀਦ ਕਾਰਜਾਂ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਤੇ ਸਾਫ਼-ਸਫਾਈ, ਪੀਣ ਵਾਲੇ ਸਾਫ਼ ਪਾਣੀ, ਛਾਂ ਅਤੇ ਲਿਫ਼ਟਿੰਗ ਆਦਿ ਦੇ ਪ੍ਰਬੰਧ ਤੁਰੰਤ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਲਿਫਟਿੰਗ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਉਪ ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀ ਕੰਵਰਜੀਤ ਸਿੰਘ, ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਸ਼੍ਰੀ ਆਕਾਸ਼ ਬਾਂਸਲ, ਐਸਡੀਐਮ ਰਾਮਪੁਰਾ ਸ਼੍ਰੀ ਨਵਦੀਪ ਕੁਮਾਰ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀ ਜਸਪ੍ਰੀਤ ਸਿੰਘ ਕਾਹਲੋਂ, ਡੀਐਮ ਪਨਸਪ ਸ੍ਰੀ ਵਿਕਾਸ ਗਰਗ, ਡੀਐਮ ਵੇਅਰਹਾਊਸ ਸ਼੍ਰੀ ਗਗਨਦੀਪ ਮਿੱਤਲ, ਮੈਨੇਜਰ ਐਫ਼ਸੀਆਈ ਸ਼੍ਰੀ ਇੰਦਰ ਭੂਸ਼ਣ, ਜਿਲ੍ਹਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ ਰਾਣੀ ਅਤੇ ਡੀਐੱਮ ਮਾਰਕਫੈੱਡ ਐਚਐਸ ਧਾਲੀਵਾਲ ਆਦਿ ਹਾਜ਼ਰ ਸਨ।
ਸਿਲਵਰ ਓਕਸ ਸਕੂਲ ’ਚ ਨਵੇਂ ਸ਼ੈਸਨ ਦੇ ਆਰੰਭ ਮੌਕੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਸੁਖਜਿੰਦਰ ਮਾਨ
ਬਠਿੰਡਾ, 2 ਅਪ੍ਰੈਲ: ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਵਿਖੇ ਅੱਜ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਦੀ ਭਾਵਨਾ ਨਾਲ ਸਕੂਲ ਵਿੱਚ ਨਵੇਂ ਸੈਸ਼ਨ ਦਾ ਆਰੰਭ ਕਰਨ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ’ਤੇ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ (ਡਾਇਰੈਕਟਰ ਆੱਫ ਸਿਲਵਰ ਓਕਸ ਸਕੂਲ), ਪਿ੍ਰੰਸੀਪਲ ਮਿਸ. ਰਵਿੰਦਰ ਸਰਾਂ ਤੇ ਸਮੂਹ ਸਟਾਫ ਸ਼ਾਮਲ ਹੋਏ। ਸਭ ਨੇ ਬਹੁਤ ਹੀ ਸ਼ਰਧਾ ਨਾਲ ਗੁਰਬਾਣੀ ਦਾ ਸੇਵਨ ਕੀਤਾ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਆਉਣ ਵਾਲੇ ਸਮੇਂ ਵਿੱਚ ਸਕੂਲ ਦੀ ਤਰੱਕੀ ਲਈ ਅਰਦਾਸ ਕੀਤੀ।ਇਸ ਮੌਕੇ ’ਤੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਅਤੇ ਪਿ੍ਰੰਸੀਪਲ ਮਿਸ. ਰਵਿੰਦਰ ਸਰਾਂ ਨੇ ਸਮੂਹ ਸਟਾਫ਼ ਨੂੰ ਨਵੇਂ ਸੈਸ਼ਨ ਦੇ ਆਰੰਭ ਲਈ ਉਤਸ਼ਾਹਿਤ ਕੀਤਾ ਅਤੇ ਬਹੁਤ-ਬਹੁਤ ਵਧਾਈ ਦਿੱਤੀ ।
ਅਮਿਤ ਰਤਨ ਕੋਟਫੱਤਾ ਨੇ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ
ਵੱਖ ਵੱਖ ਪਿੰਡਾਂ ਵਿੱਚ ਜਾ ਕੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਸਮੱਸਿਆਵਾਂ ਸੁਣੀਆਂ
ਸੁਖਜਿੰਦਰ ਮਾਨ
ਬਠਿੰਡਾ, 2 ਅਪ੍ਰੈਲ: ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮਿਤ ਰਤਨ ਕੋਟਫੱਤਾ ਨੇ ਬਠਿੰਡਾ ਦਿਹਾਤੀ ਹਲਕੇ ਦੇ ਵੱਖ ਵੱਖ ਪਿੰਡਾਂ ਧੰਨ ਸਿੰਘ ਖਾਨਾ, ਗੁਲਾਬਗੜ, ਕਟਾਰ ਸਿੰਘ ਵਾਲਾ, ਭਾਗੂ, ਫੂਸ ਮੰਡੀ, ਜੱਸੀ ਪੌ ਵਾਲੀ ਅਤੇ ਜੋਧਪੁਰ ਰੋਮਾਣਾ ਵਿਖੇ ਪਹੁੰਚ ਕੇ ਹਲਕੇ ਦੇ ਵੋਟਰਾਂ ਦਾ ਭਾਰੀ ਗਿਣਤੀ ਵਿਚ ਵੋਟਾਂ ਪਾਉਣ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ । ਲੋਕਾਂ ਨੂੰ ਸੰਬੋਧਨ ਕਰਦਿਆਂ ਐਮਐਲਏ ਸ੍ਰੀ ਅਮਿਤ ਰਤਨ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਇਸ ਵਾਰ ਬਦਲਾਅ ਦੇ ਲਈ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਬੜੀ ਸੂਝਬੂਝ ਨਾਲ ਆਪਣਾ ਵੋਟ ਪਾ ਕੇ ਆਪਣਾ ਫਰਜ ਨਿਭਾਇਆ ਹੈ ਅਤੇ ਹੁਣ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਦੀ ਜਿੰਮੇਵਾਰੀ ਚੁਣੀ ਹੋਈ ਸਰਕਾਰ ਦੀ ਹੈ ਜਿਸ ਲਈ ਅਸੀਂ ਦਿਨ ਰਾਤ ਮਿਹਨਤ ਕਰਾਂਗੇ । ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਉਨ੍ਹਾਂ ਨੇ ਕਈ ਵਿਉਂਤਾਂ ਉਲੀਕੀਆਂ ਹਨ ਜਿਨ੍ਹਾਂ ਉੱਤੇ ਜਲਦੀ ਕੰਮ ਸ਼ੁਰੂ ਕੀਤਾ ਜਾਵੇਗਾ । ਸ੍ਰੀ ਕੋਟਫੱਤਾ ਨੇ ਕਿਹਾ ਕਿ ਨਸ਼ਿਆਂ ਦੇ ਮਸਲੇ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਉਹ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਆਉਂਦੇ ਛੇ ਮਹੀਨਿਆਂ ਵਿਚ ਇਸ ਬੁਰਾਈ ਨੂੰ ਖਤਮ ਕਰਨਾ ਉਹਨਾਂ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਸਲੇ ਤੋਂ ਇਲਾਵਾ ਹਲਕੇ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।
ਮਾੜੀ ਮੁਸਤਫ਼ਾ ’ਚ ਚੱਲੀ ਗੋਲੀ ਵਿਚ ਇੱਕ ਨੌਜਵਾਨ ਦੀ ਮੌਤ, ਇੱਕ ਜਖਮੀ
ਪੰਜਾਬੀ ਖ਼ਬਰਸਾਰ ਬਿਊਰੋ
ਮੋਗਾ, 2 ਅਪ੍ਰੈਲ: ਪਿਛਲੇ ਕੁੱਝ ਸਮੇਂ ਤੋਂ ਗੈਂਗਸਟਰਾਂ ਦੇ ਵਧਦੇ ਹੋਸਲੇ ਦੇ ਚੱਲਦੇ ਮੇਲਿਆਂ ਅਤੇ ਕਬੱਡੀ ਮੈਚਾਂ ਦੌਰਾਨ ਹੋ ਰਹੀ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅੱਜ ਅਜਿਹੇ ਹੀ ਇੱਕ ਹੋਰ ਮਾਮਲੇ ਵਿਚ ਥਾਣਾ ਸਮਾਲਸਰ ਵਿਚ ਪੈਂਦੇ ਪਿੰਡ ਮਾੜੀ ਮੁਸਤਫਾ ’ਚ ਵੀ ਚੱਲ ਰਹੇ ਸਲਾਨਾ ਮੇਲੇ ਤੇ ਕਬੱਡੀ ਮੁਕਾਬਲੇ ਨੂੰ ਦੇਖਣ ਜਾ ਰਹੇ ਪਿੰਡ ਦੇ ਦੋ ਨੌਜਵਾਨਾਂ ’ਤੇ ਅੰਨੇਵਾਂਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਇੱਕ ਨੌਜਵਾਨ ਹਰਜੀਤ ਸਿੰਘ ਉਰਫ ਪਿੰਟਾ (32) ਦੀ ਮੌਤ ਹੋ ਗਈ ਜਦੋਂਕਿ ਉਸਦੇ ਸਾਥੀ ਗੁਰਪ੍ਰੀਤ ਸਿੰਘ (20) ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਪਤਾ ਲੱਗਿਆ ਹੈ ਕਿ ਮਿ੍ਰਤਕ ਨੌਜਵਾਨ ਪਿੰਟਾ ਵਿਰੁਧ ਕਈ ਥਾਣਿਆਂ ਵਿਚ ਪਰਚੇ ਦਰਜ਼ ਸਨ ਤੇ ਉਹ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨਾਲ ਜੁੜਿਆ ਹੋਇਆ ਸੀ। ਪੁਲਿਸ ਵਲੋਂ ਕਥਿਤ ਦੋਸ਼ੀਆਂ ਦੀ ਪਹਿਚਾਣ ਕਰਕੇ ਗਿ੍ਰਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੁਟੇਰਿਆਂ ਨੇ ਡੇਰੇ ਦੇ ਮਹੰਤਾਂ ਨੂੰ ਬੰਧਕ ਬਣਾ ਕੇ ਲੁੱਟਿਆ
ਸੁਖਜਿੰਦਰ ਮਾਨ
ਬਠਿੰਡਾ, 2 ਅਪ੍ਰੈਲ: ਇਲਾਕੇ ’ਚ ਚੋਰੀ ਤੇ ਲੁੱਟ ਖੋਹ ਦੀਆਂ ਵਧ ਰਹੀਆਂ ਘਟਨਾਵਾਂ ਦੀ ਕੜੀ ਤਹਿਤ ਬੀਤੀ ਰਾਤ ਲੁਟੇਰਿਆਂ ਵਲੋਂ ਪਿੰਡ ਗਹਿਰੀ ਭਾਗੀ ਵਿਚ ਸਥਿਤ ਇੱਕ ਡੇਰੇ ਨੂੰ ਲੁੱਟਣ ਦੀ ਸੂਚਨਾ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੋਟਫੱਤਾ ਦੀ ਪੁਲਿਸ ਵਲੋਂ ਪਰਚਾ ਦਰਜ਼ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਡੇਰੇ ਦੇ ਪ੍ਰਬੰਧਕਾਂ ਨੇ ਦਸਿਆ ਕਿ ਇੱਕ ਦਰਜ਼ਨ ਦੇ ਕਰੀਬ ਅਣਪਛਾਤੇ ਲੁਟੇਰੇ ਦੇਰ ਰਾਤ ਨੂੰ ਤੇਜ਼ਧਾਰ ਹਥਿਆਰ ਲੈ ਕੇ ਡੇਰੇ ਵਿਚ ਆ ਧਮਕੇ ਤੇ ਇੱਥੇ ਮੌਜੂਦ ਸੇਵਾਦਾਰਾਂ ਨੂੰ ਉਠਾ ਕੇ ਜਾਨੋਮਾਰਨ ਦੀ ਧਮਕੀ ਦਿੱਤੀ। ਲੁਟੇਰਿਆਂ ਨੇ ਡੇਰੇ ਦੇ ਮਹੰਤਾਂ ਨੂੰ ਇਸ ਮੌਕੇ ਬੰਦੀ ਬਣਾ ਲਿਆ ਤੇ ਜਿਸਤੋਂ ਬਾਅਦ ਡੇਰੇ ਦੀਆਂ ਅਲਮਾਰੀਆਂ ਅਤੇ ਬਕਸਿਆਂ ਵਿਚ ਪਈ ਨਗਦੀ ਅਤੇ ਹੋਰ ਸਮਾਨ ਲੈ ਕੇ ਗਏ। ਸਵੇਰੇ ਜਦ ਪਿੰਡ ਦੇ ਕੁੱਝ ਲੋਕਾਂ ਨੇ ਡੇਰੇ ਵਿਚ ਆ ਕੇ ਦੇਖਿਆ ਤਾਂ ਮਹੰਤ ਬੰਨੇ ਹੋਏ ਸਨ, ਉਨ੍ਹਾਂ ਮਹੰਤਾਂ ਨੂੰ ਖੋਲਿਆ ਤੇ ਪੁਲਿਸ ਨੂੰ ਸੂਚਿਤ ਕੀਤਾ।
ਪਿਸਤੌਲ ਦੀ ਨੌਕ ’ਤੇ ਕਾਰ ਖੋਹੀ, ਪੁਲਿਸ ਨੇ ਕੀਤੀ ਬਰਾਮਦ
ਬਠਿੰਡਾ: ਉਧਰ ਇੱਕ ਹੋਰ ਮਾਮਲੇ ਵਿਚ ਹਰਿਆਣਾ ਤੋਂ ਬਠਿੰਡਾ ਵੱਲ ਆ ਰਹੇ ਇੱਕ ਵਿਅਕਤੀ ਕੋਲੋ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿੰਡ ਗਹਿਰੀ ਬੁੱਟਰ ਕੋਲ ਪਿਸਤੌਲ ਦੀ ਨੋਕ ‘ਤੇ ਇਕ ਕਾਰ ਸਵਾਰ ਕੋਲੋ ਕਾਰ ਅਤੇ 10 ਹਜ਼ਾਰ ਨਗਦੀ ਖੋਹ ਕੇ ਫ਼ਰਾਰ ਹੋਣ ਦੀ ਸੂਚਨਾ ਹੈ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਵਿਚ ਫ਼ੁਰਤੀ ਵਰਤਿਆਂ ਥੋੜੇ ਸਮੇਂ ਬਾਅਦ ਹੀ ਨਾਕਾਬੰਦੀ ਕਰਕੇ ਲੁਟੇਰਿਆਂ ਨੂੰ ਗਿ੍ਰਫਤਾਰ ਕਰਦਿਆਂ ਉਨ੍ਹਾਂ ਵਲੋਂ ਖੋਹੀ ਕਾਰ ਤੇ ਰਾਸ਼ੀ ਵੀ ਬਰਾਮਦ ਕਰ ਲਈ। ਕਥਿਤ ਦੋਸ਼ੀਆਂ ਦੀ ਪਹਿਚਾਣ ਮਨਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਪੱਕਾ ਕਲਾਂ ਦੇ ਤੌਰ ’ਤੇ ਹੋਈ ਹੈ। ਇਸ ਸਬੰਧ ਵਿਚ ਪੁਲਿਸ ਨੇ ਨਰਿੰਦਰ ਕੁਮਾਰ ਵਾਸੀ ਮਾਡਲ ਟਾਊਨ ਬਠਿੰਡਾ ਦੀ ਸਿਕਾਇਤ ’ਤੇ ਕਥਿਤ ਦੋਸ਼ੀਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ।
ਕੰਪਿਊਟਰ ਅਧਿਆਪਕਾਵਾਂ ਨੇ ਕੀਤੀ ਮੁੱਖ ਮੰਤਰੀ ਨਾਲ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 2 ਅਪ੍ਰੈਲ: ਅਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕ ਯੂਨੀਅਨ ਦੀਆਂ 11 ਮਹਿਲਾ ਅਧਿਆਪਕਾਵਾਂ ਦਾ ਇੱਕ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ। ਯੂਨੀਅਨ ਦੇ ਆਗੂਆਂ ਨੇ ਦਸਿਆ ਕਿ ਮੁੱਖ ਮੰਤਰੀ ਨਾਲ ਸੰਖੇਪ ਮਿਲਣੀ ਦੁਆਰਾ ਇਹਨਾਂ ਕੰਪਿੂੳਟਰ ਅਧਿਆਪਕਾਂ ਦੀਆਂ ਸਮੱਸਿਆਂਵਾਂ ਨੂੰ ਧਿਆਨਪੂਰਵਕ ਸੁਨਣ ਲਈ ਅਪਣੇ ਨਿੱਜੀ ਸਹਾਇਕ ਦੀ ਡਿਊਟੀ ਲਗਾਈ ਗਈ। ਕੰਪਿਉਟਰ ਅਧਿਆਪਕਾਂ ਨੇ ਅਪਣੀਆਂ 11 ਸਾਲਾਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਂਵਾਂ ਖਾਸ ਤੋਰ ਤੇ ਛੇਵਾਂ ਪੇ ਕਮਿਸ਼ਨ ਲਾਗੂ ਕਰਨ ਅਤੇ ਨਿਯੁੱਕਤੀ ਪੱਤਰ ਦੀਆ ਸ਼ਰਤਾਂ ਲਾਗੂ ਨਾ ਕਰਦੇ ਹੋਏ ਸੀ.ਐੱਸ ਆਰ ਰੂਲਜ ਲਾਗੂ ਨਾ ਕਰਨ ਸਬੰਧੀ ਦੱਸਿਆ ਗਿਆ।ਉਹਨਾਂ ਦੁਆਰਾ ਦੱਸਿਆ ਗਿਆ ਕਿ ਛੇਂਵੇ ਪੇ ਕਮਿਸ਼ਨ ਦੀ ਫਾਈਲ ਕੱਲ ਹੀ ਕੈਬਿਨਟ ਨੂੰ ਪ੍ਰਾਪਤ ਹੋਈ ਹੈ ਅਤੇ ਤਿੰਨ ਦਿਨਾਂ ਬਾਅਦ ਆਪ ਜੀ ਨੂੰ ਸੂਚਿਤ ਕਰ ਦਿੱਤਾ ਜਾਵੇਗਾ। ਇਸ ਵਫਦ ਵਿਚ ਸ਼ਾਮਲ ਕੰਪਿਊਟਰ ਅਧਿਆਪਕਾਵਾਂ ’ਚ ਸ਼ਬਨਮ(ਬਠਿੰਡਾ),ਰਜਨੀ (ਬਠਿੰਡਾ) ਮਨਦੀਪ ਕੋਰ(ਬਠਿੰਡਾ),ਰਜਵੰਤ ਕੋਰ(ਅਮਿ੍ਰੰਤਸਰ), ਮਨਜੀਤ ਕੋਰ(ਜਲੰਧਰ) ਗਗਨਦੀਪ ਕੋਰ(ਜਲੰਧਰ) ਰਜਨੀ(ਜਲੰਧਰ) ਅਮਿ੍ਰੰਤਪਾਲ ਕੋਰ(ਲੁਧਿਆਣਾ), ਸੀਮਾ(ਪਟਿਆਲਾ) ਨਿਸ਼ੂ(ਪਟਿਆਲਾ) ਹਾਜਰ ਸਨ।
ਬਾਬਾ ਫ਼ਰੀਦ ਕਾਲਜ ਨੇ ‘ਭਾਰਤ ਦੇ ਰਾਜਨੀਤਕ ਇਤਿਹਾਸ ਅਤੇ ਭਾਰਤੀ ਰਾਜਨੀਤੀ ਵਿੱਚ ਉੱਭਰਦੇ ਰੁਝਾਨਾਂ‘ ਬਾਰੇ ਗਤੀਵਿਧੀ ਕਰਵਾਈ
ਸੁਖਜਿੰਦਰ ਮਾਨ
ਬਠਿੰਡਾ, 2 ਅਪ੍ਰੈਲ: ਬਾਬਾ ਫ਼ਰੀਦ ਕਾਲਜ ਦੇ ਪੁਲਿਟੀਕਲ ਸਾਇੰਸ ਵਿਭਾਗ ਵੱਲੋਂ ਪੰਜ ਰਾਜਾਂ ਦੇ ਅਸੈਂਬਲੀ ਚੋਣ ਨਤੀਜਿਆਂ ਦੇ ਸੰਖੇਪ ਸੰਦਰਭ ਨਾਲ ‘ਭਾਰਤ ਦੇ ਰਾਜਨੀਤਕ ਇਤਿਹਾਸ ਅਤੇ ਭਾਰਤੀ ਰਾਜਨੀਤੀ ਵਿੱਚ ਉੱਭਰਦੇ ਰੁਝਾਨਾਂ‘ ਬਾਰੇ ਇੱਕ ਗਤੀਵਿਧੀ ਕਰਵਾਈ ਗਈ । ਇਸ ਗਤੀਵਿਧੀ ਵਿੱਚ 25 ਵਿਦਿਆਰਥੀਆਂ ਅਤੇ 4 ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ। ਪੁਲਿਟੀਕਲ ਸਾਇੰਸ ਅਤੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋਫੈਸਰ ਸੱਜਣ ਕੁਮਾਰ ਦੀ ਦੇਖ ਰੇਖ ਹੇਠ ਸਹਾਇਕ ਪ੍ਰੋਫੈਸਰ ਰਮਨਦੀਪ ਕੌਰ ਨੇ ਸਾਰੇ ਭਾਗੀਦਾਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਨੂੰ ਗਰੁੱਪਾਂ ਅਤੇ ਜੋੜਿਆਂ ਵਿੱਚ ਰੱਖਿਆ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਯੂ.ਪੀ., ਉੱਤਰਾਖੰਡ, ਮਨੀਪੁਰ, ਗੋਆ ਅਤੇ ਪੰਜਾਬ ਵਰਗੇ ਰਾਜਾਂ ਵਿੱਚ ਵਿਧਾਨ ਸਭਾ ਚੋਣ ਨਤੀਜਿਆਂ ਦਾ ਵਿਸ਼ਲੇਸ਼ਣ ਕਰਨ ਵਿੱਚ ਮਦਦ ਕਰਨਾ ਸੀ। ਭਾਰਤੀ ਰਾਜਨੀਤੀ ‘ਤੇ ਵਿਸ਼ੇਸ਼ ਪ੍ਰਭਾਵ ਦੇ ਨਾਲ ਵਿਦਿਆਰਥੀਆਂ ਨੇ ਸੰਬੰਧਿਤ ਸਵਾਲ ਪੁੱਛ ਕੇ ਆਪਣੀ ਮੌਜੂਦਗੀ ਅਤੇ ਸਰਗਰਮੀ ਦਿਖਾਈ । ਉਨ੍ਹਾਂ ਨੇ ਆਪਣੇ ਪ੍ਰੋਫੈਸਰਾਂ ਨੂੰ ਪੁੱਛਿਆ ਕਿ ਇਹ ਚੋਣਾਂ ਕਿਉਂ ਮਹੱਤਵਪੂਰਨ ਹਨ? ਇਹਨਾਂ ਰਾਜਾਂ ਵਿੱਚ ਮੁੱਖ ਚੋਣ ਮੁੱਦੇ ਕੀ ਹਨ? ਅਤੇ ਇਹ ਚੋਣਾਂ 2024 ਦੀਆਂ ਲੋਕ ਸਭਾ ਚੋਣਾਂ ਲਈ ਸਿਆਸੀ ਬਿਰਤਾਂਤ ਨੂੰ ਕਿਵੇਂ ਰੂਪ ਦੇਣਗੀਆਂ ਆਦਿ। ਵਿਦਿਆਰਥੀਆਂ ਨੂੰ ਇਸ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਦੇ ਗਿਆਨ ਵਿੱਚ ਭਰਪੂਰ ਵਾਧਾ ਕਰਨ ਲਈ ਪ੍ਰੋਫੈਸਰਾਂ ਵੱਲੋਂ ਸਾਰੇ ਸਵਾਲਾਂ ਦੇ ਜਵਾਬ ਪ੍ਰਭਾਵਸ਼ਾਲੀ ਢੰਗ ਨਾਲ ਦਿੱਤੇ ਗਏ । ਇਸ ਗਤੀਵਿਧੀ ਦੌਰਾਨ ਹੋਈ ਪਰਸਪਰ ਗੱਲਬਾਤ ਅਤੇ ਵਿਚਾਰ ਚਰਚਾ ਯਕੀਨਨ ਵਿਦਿਆਰਥੀਆਂ ਆਪਣੇ ਸਮਾਜਿਕ ਦਾਇਰੇ ਦਾ ਵਿਸਤਾਰ ਕਰਨ ਵਿੱਚ ਮਦਦ ਕਰੇਗੀ। ਪੁਲਿਟੀਕਲ ਸਾਇੰਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਸੁਖਦਰਸ਼ਨ ਸਿੰਘ ਅਤੇ ਸਹਾਇਕ ਪ੍ਰੋਫੈਸਰ ਸੰਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਸਮਾਜਿਕ ਹੁਨਰ ਨੂੰ ਵਿਕਸਤ ਕਰਨ ਲਈ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਵਿਭਾਗ ਮੁਖੀ ਪ੍ਰੋਫੈਸਰ ਸੱਜਣ ਕੁਮਾਰ ਨੇ ਇਸ ਗਤੀਵਿਧੀ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਲਈ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਸ਼੍ਰੀਮਤੀ ਨਵਨਿੰਦਰ ਕੌਰ, ਡੀਨ (ਫੈਕਲਟੀ ਆਫ਼ ਆਰਟਸ) ਨੇ ਵਿਦਿਆਰਥੀਆਂ ਦੇ ਸਿੱਖਣ ਦੇ ਹੁਨਰ ਨੂੰ ਵਧਾਉਣ ਲਈ ਇਸ ਤਰ੍ਹਾਂ ਦੀ ਗਤੀਵਿਧੀਆਂ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਪੁਲਿਟੀਕਲ ਸਾਇੰਸ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਤੇਲ ਤੇ ਗੈਸ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਕਾਗਰਸੀ ਭਲਕੇ ਦੇਣਗੇ ਧਰਨਾ
ਸੁਖਜਿੰਦਰ ਮਾਨ
ਬਠਿੰਡਾ,2 ਅਪ੍ਰੈਲ: ਤੇਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਬੇਤਹਾਸ਼ੇ ਵਾਧੇ ਵਿਰੁੱਧ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਭਲਕੇ 3 ਅਪ੍ਰੈਲ ਨੂੰ ਧਰਨਾ ਅਤੇ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਅੱਜ ਇਥੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ ਨੇ ਦੱਸਿਆ ਕਿ ਮਹਿੰਗਾਈ ਨੂੰ ਖ਼ਤਮ ਕਰਨ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਗਾਤਾਰ ਜ਼ਰੂਰੀ ਵਸਤਾਂ ਦੇ ਭਾਅ ਵਿੱਚ ਵਾਧਾ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਚਾਰ ਸੌ ਦਾ ਮਿਲਣ ਵਾਲਾ ਗੈਸ ਸਿਲੰਡਰ ਅੱਜ ਇੱਕ ਹਜਾਰ ਰੁਪਏ ਦੀ ਕੀਮਤ ਵਿੱਚ ਮਿਲ ਰਿਹਾ ਹੈ। ਇਸੇ ਤਰ੍ਹਾਂ ਤੇਲ ਅਤੇ ਸੀਐਨਜੀ ਗੈਸ ਦੀਆਂ ਕੀਮਤਾਂ ਵੀ ਆਸਮਾਨ ਨੂੰ ਛੂਹ ਰਹੀਆਂ ਹਨ। ਲਗਾਤਾਰ ਮਹਿੰਗਾਈ ਵਧਣ ਕਾਰਨ ਆਮ ਲੋਕਾਂ ਦਾ ਜੀਣਾ ਮੁਹਾਲ ਹੋ ਗਿਆ ਹੈ। ਸ੍ਰੀ ਵਧਾਵਨ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਸ ਮੁੱਦੇ ‘ਤੇ ਮੋਦੀ ਸਰਕਾਰ ਨੂੰ ਜਗਾਉਣ ਦੇ ਲਈ ਤਿੱਨ ਅਪਰੈਲ ਨੂੰ ਸਥਾਨਕ ਸ਼ਹਿਰ ਦੇ ਫਾਇਰ ਬ੍ਰਿਗੇਡ ਚੌਕ ਕੋਲ ਰੋਸ ਧਰਨਾ ਅਤੇ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਸ਼ਹਿਰ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਇਸ ਧਰਨੇ ਅਤੇ ਮਾਰਚ ਵਿੱਚ ਪੁੱਜਣ ਦੀ ਅਪੀਲ ਕੀਤੀ।




