ਹਾਲ ’ਚ ਬਣੀ ਸੜਕ ਟੁੱਟਣੀ ਹੋਈ ਸ਼ੁਰੂ, ਰਾਹਗੀਰ ਪ੍ਰੇਸ਼ਾਨ
ਡਾ ਨਾਨਕ ਸਿੰਘ ਨੇ ਐੱਸਐੱਸਪੀ ਪਟਿਆਲਾ ਵਜੋਂ ਅਹੁਦਾ ਸੰਭਾਲਿਆ
ਸੁਖਜਿੰਦਰ ਮਾਨ
ਪਟਿਆਲਾ, 2 ਅਪ੍ਰੈਲ: ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਆਈ ਪੀ ਅੇਸ ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਵਿੱਚ ਗੁਰਦਾਸਪੁਰ ਤੋਂ ਬਦਲ ਕੇ ਪਟਿਆਲਾ ਲਗਾਏ ਗਏ ਡਾ ਨਾਨਕ ਸਿੰਘ ਨੇ ਅੱਜ ਅਪਣਾ ਅਹੁੱਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਿਦਾਇਤਾਂ ਮੁਤਾਬਕ ਨਸ਼ਾ ਤਸਕਰਾਂ ਨੂੰ ਬਖਸਿਆ ਨਹੀਂ ਜਾਵੇਗਾ। ਇਸਤੋਂ ਇਲਾਵਾ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ। ਦੱਸਣਾ ਬਣਦਾ ਹੈ ਕਿ 2011 ਬੈਚ ਦੇ ਆਈ ਪੀ ਐਸ ਅਧਿਕਾਰੀ ਇਸਤੋਂ ਪਹਿਲਾਂ ਫਰੀਦਕੋਟ, ਬਠਿੰਡਾ ਅਤੇ ਗੁਰਦਾਸਪੁਰ ਜਿਲਿਆਂ ਵਿੱਚ ਬਤੌਰ ਐਸਐਸਪੀ ਕੰਮ ਕਰ ਚੁੱਕੇ ਹਨ।
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਪਰੀਕਸ਼ਾ ਪੇ ਚਰਚਾ 2022’ ਪ੍ਰੋਗਰਾਮ ਦੀ ਲਾਈਵ ਸਕ੍ਰੀਨਿੰਗ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 1 ਅਪ੍ਰੈਲ: ਵਿਦਿਆਰਥੀਆਂ ਵਿੱਚ ਸੁੱਕਰਵਾਰ ਨੂੰ ਪਰੀਖਿਆਵਾਂ ਦੇ ਤਣਾਅ ਨੂੰ ਦੂਰ ਕਰਨ ਦੇ ਉਦੇਸ਼ ਨਾਲ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ “’ਪਰੀਕਸ਼ਾ ਪੇ ਚਰਚਾ 2022’” (ਪੀਪੀਸੀ 2022) ਪ੍ਰੋਗਰਾਮ ਦੇ ਪੰਜਵੇਂ ਐਡੀਸ਼ਨ ਦੀ ਇੱਕ ਵਿਸ਼ੇਸ਼ ਲਾਈਵ ਸਕ੍ਰੀਨਿੰਗ ਦਾ ਆਯੋਜਨ ਕੀਤਾ ਗਿਆ। ਯੂਨੀਵਰਸਿਟੀ ਦੇ ਚਾਰ ਵੱਖ-ਵੱਖ ਸਥਾਨਾਂ (ਸੈਮੀਨਾਰ ਹਾਲ, ਕੰਪਿਊਟਰ ਸੈਂਟਰ, ਕਾਨਫਰੰਸ ਰੂਮ ਅਤੇ ਆਈਕਿਉਏਸੀ ਮੀਟਿੰਗ ਰੂਮ) ਤੇ ਆਯੋਜਿਤ ਇਸ ਵਿਸ਼ੇਸ਼ ਸਕ੍ਰੀਨਿੰਗ ਵਿੱਚ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੇ ਨਾਲ 400 ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੇਂਬਰਾਂ ਨੇ ਭਾਗ ਲਿਆ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮਿੰਦਰ ਪ੍ਰਧਾਨ ਨੇ ਮਾਨਯੋਗ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਨਿਰਭੈ ਹੋ ਕੇ ਪਰੀਖਿਆ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ, ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਹਰ ਕੋਨੇ ਤੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਸਵਾਲਾਂ ਦੇ ਜਵਾਬ ਦਿੰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪਰੀਖਿਆ ਦੇ ਦਿਨਾਂ ਦੌਰਾਨ ਤਣਾਅ ਨਹੀਂ ਲੈਣਾ ਚਾਹੀਦਾ, ਸਗੋਂ ਉਹਨਾਂ ਨੂੰ ਪਿਛਲੀਆਂ ਪਰੀਖਿਆਵਾਂ ਤੋਂ ਪ੍ਰਾਪਤ ਅਨੁਭਵ ਦੀ ਵਰਤੋਂ ਆਉਣ ਵਾਲੀਆਂ ਪਰੀਖਿਆਵਾਂ ਵਿੱਚ ਸਫਲਤਾ ਹਾਸਲ ਕਰਨ ਲਈ ਕਰਨੀ ਚਾਹੀਦੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਤ ਜੀਵਨ ਸ਼ੈਲੀ ਅਪਣਾਉਣ, ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਯਤਨ ਕਰਨ ਅਤੇ ਹੋਰਾਂ ਤੋਂ ਸਿੱਖਣ ਦੀ ਯੋਗਤਾ ਨੂੰ ਵਿਕਸਿਤ ਕਰਨ ਦੀ ਸਲਾਹ ਦਿੱਤੀ। ਮਾਨਯੋਗ ਪ੍ਰਧਾਨ ਮੰਤਰੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਲੜਕੇ ਅਤੇ ਲੜਕੀਆਂ ਦੋਵਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਅਤੇ ਆਪਣੇ ਬੱਚਿਆਂ ‘ਤੇ ਕੋਈ ਵਿਸ਼ੇਸ਼ ਪੇਸ਼ਾ ਚੁਣਨ ਲਈ ਦਬਾਅ ਪਾਉਣ ਤੋਂ ਬਚਣ। ਸ਼੍ਰੀ ਮੋਦੀ ਨੇ ਨੌਜਵਾਨਾਂ ਨੂੰ “ਪੀ3 ਮੁਹਿੰਮ” (ਪ੍ਰੋ ਪਲੈਨੇਟ ਪੀਪਲ) ਵਿੱਚ ਸ਼ਾਮਲ ਹੋ ਕੇ ਅਤੇ ਵਾਤਾਵਰਣ ਅਨੁਕੂਲ ਜੀਵਨ ਸ਼ੈਲੀ ਅਪਣਾਕੇ ਵਾਤਾਵਰਣ ਸੁਰੱਖਿਆ ਲਈ ਕੰਮ ਕਰਨ ਦਾ ਸੱਦਾ ਦਿੱਤਾ।ਪੀਪੀਸੀ 2022 ਦੀ ਲਾਈਵ ਸਕ੍ਰੀਨਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ, ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਸਾਡੇ ਦੇਸ਼ ਦੇ ਵਿਦਿਆਰਥੀਆਂ ਨੂੰ ਪਰੀਖਿਆ ਦੇ ਤਣਾਅ ਤੋਂ ਮੁਕਤ ਹੋਣ ਦਾ ਮੌਕਾ ਪ੍ਰਦਾਨ ਕਰਨ ਲਈ ਮਾਨਯੋਗ ਪ੍ਰਧਾਨ ਮੰਤਰੀ ਅਤੇ ਮਾਨਯੋਗ ਸਿੱਖਿਆ ਮੰਤਰੀ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਝਾਅ ਅਤੇ ਸਲਾਹ ਵਿਦਿਆਰਥੀਆਂ ਲਈ ਪਰੀਖਿਆ ਦੇ ਤਣਾਅ ਨਾਲ ਨਜਿੱਠਣ ਅਤੇ ਪ੍ਰੀਖਿਆ ਯੋਧਾ ਬਣਨ ਲਈ ਯਕੀਨੀ ਤੌਰ ‘ਤੇ ਲਾਭਦਾਇਕ ਸਿੱਧ ਹੋਵੇਗੀ। ਉਹਨਾਂ ਨੇ ਕਿਹਾ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਤਣਾਅ ਮੁਕਤ ਮਾਹੌਲ ਵਿੱਚ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਏਆਈਸੀਟੀਈ ਵੱਲੋਂ ਬੀਸੀਐੱਲ ਦੇ ਸਹਿਯੋਗ ਨਾਲ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਸਥਾਪਤ ਕੀਤੀ ਜਾ ਰਹੀ ਹੈ ਪੰਜਾਬ ਦੀ ਪਹਿਲੀ ਆਇਡੀਆ ਲੈਬ।
ਇਕ ਕਰੋੜ 11 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ’ਚ ਬੀਸੀਐੱਲ ਨੇ ਕੀਤਾ 56 ਲੱਖ ਰੁਪਏ ਦਾ ਸਹਿਯੋਗ।
ਪੰਜਾਬ ਹੀ ਨਹੀਂ ਬਾਹਰ ਦੇ ਰਾਜਾਂ ਦੇ ਵਿਦਿਆਰਥੀਆਂ ਨੂੰ ਵੀ ਬੀਸੀਐੱਲ-ਏਆਈਸੀਟੀਈ ਆਇਡੀਆ ਲੈਬ ਦਾ ਮਿਲੇਗਾ ਫਾਇਦਾ
ਸੁਖਜਿੰਦਰ ਮਾਨ
ਬਠਿੰਡਾ ,2 ਅ੍ਰਪੈਲ: ਆਲ ਇੰਡੀਆਂ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ ਬੀਸੀਐੱਲ ਇੰਡਸਟਰੀ ਲਿਮਟਿਡ ਬਠਿੰਡਾ ਦੇ ਸਹਿਯੋਗ ਨਾਲ ਪੰਜਾਬ ਦੀ ਪਹਿਲੀ ਆਇਡੀਆ ਲੈਬ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਕੈਂਪਸ ’ਚ ਸਥਾਪਤ ਕੀਤੀ ਜਾ ਰਹੀ ਹੈ। ਇਸ ਵਿਸ਼ੇਸ਼ ਆਇਡੀਆ ਲੈਬ ਨੂੰ ਬੀਸੀਐੱਲ -ਏਆਈਸੀਟੀਈ ਆਇਡੀਆ ਲੈਬ ਦੇ ਨਾਮ ਨਾਲ ਜਾਣਿਆ ਜਾਵੇਗਾ। ਪੰਜਾਬ ਭਰ ’ਚ ਅਜਿਹੀ ਪਹਿਲੀ ਲੈਬ ਇਥੇ ਸਥਾਪਤ ਨਾਲ ਹੋਣ ਇਹ ਪੂਰੇ ਪੰਜਾਬ ਅਤੇ ਮਾਲਵਾ ਇਲਾਕੇ ਲਈ ਮਾਣ ਵਾਲੀ ਗੱਲ ਹੈ। ਦੱਸਣਯੋਗ ਹੈ ਕਿ ਇਸ ਵਿਸ਼ੇਸ਼ ਬੀਸੀਐੱਲ – ਏਆਈਸੀਟੀਈ ਆਇਡੀਆ ਲੈਬ ਨੂੰ ਬਣਾਉਣ ’ਤੇ ਕੁਲ ਇਕ ਕਰੋੜ 11 ਲੱਖ ਰੁਪਏ ਦੀ ਲਾਗਤ ਆਏਗੀ। ਜਿਸ ’ਚ 56 ਲੱਖ ਰੁਪਏ ਦਾ ਯੋਗਦਾਨ ਬੀਸੀਐੱਲ ਇੰਡਸਟਰੀ ਲਿਮਟਿਡ ਬਠਿੰਡਾ ਵੱਲੋਂ ਅਤੇ 55 ਲੱਖ ਰੁਪਏ ਦਾ ਸਹਿਯੋਗ ਏਆਈਸੀਟੀਈ ਵੱਲੋਂ ਦਿੱਤਾ ਜਾ ਰਿਹਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਦੇਸ਼ ਭਰ ਦੀ ਪਹਿਲੀਂ ਅਜਿਹੀ ਲੈਬ ਕਿਸੇ ਯੂਨੀਵਰਸਿਟੀ ’ਚ ਸਥਾਪਤ ਹੋ ਰਹੀ ਹੈ ਜਿਸ ਦੇ ਨਿਰਮਾਣ ’ਚ ਵੱਡਾ ਯੋਗਦਾਨ ਇਕ ਉਦਯੋਗਿਕ ਇਕਾਈ ਵੱਲੋਂ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਡੀਨ ਰਿਸਰਚ ਐਂਡ ਡਿਵੈਲਪਮੈਂਟ ਪ੍ਰੋਫ਼ਸੈਰ ਅਸ਼ੀਸ਼ ਬਾਲਦੀ ਅਤੇ ਪ੍ਰੋਜੈਕਟ ਦੇ ਚੀਫ ਕੋ ਕੋਆਰਡੀਨੇਟਰ ਅਤੇ ਡੀਨ ਕੰਸਲਟੈਂਸੀ ਅਤੇ ਇਡਸਟਰੀ ਲਿੰਕੇਜ਼ ਡਾ. ਮਨਜੀਤ ਬਾਂਸਲ ਨੇ ਦੱਸਿਆ ਕਿ ਏਆਈਸੀਟੀਈ ਵੱਲੋਂ ਦੇਸ਼ ਭਰ ਦੀਆਂ ਨਾਮੀ ਯੂਨੀਵਰਸਿਟੀਆਂ ’ਚ ਇਸ ਤਰ੍ਹਾਂ ਦੀਆਂ ਦੀ ਲੈਬ ਨੂੰ ਸਥਾਪਤ ਕੀਤਾ ਜਾਂਦਾ ਹੈ ਅਤੇ ਹੁਣ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੀ ਇਸ ਦਾ ਹਿੱਸਾ ਬਣਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਆਇਡੀਆ ਲੈਬ ’ਚ ਪੰਜਾਬ ਭਰ ਦੇ ਐਫੀਲੇਟਿਡ ਕਾਲਜਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲੈਬ ਦਾ ਮੁੱਖ ਉਦੇਸ਼ ਹੈ ਕਿ ਵਿਦਿਆਰਥੀਆਂ ਨੂੰ ਸਾਈਸ ਟੈਕਨੋਲਜੀ, ਮੈਥੇਮੈਟਿਕਸ ਅਤੇ ਇੰਜੀਨੀਅਰਿੰਗ ਦੇ ਖੇਤਰ ’ਚ ਨਵੀਆਂ ਖੋਜਾਂ ਕਰਨ ਦਾ ਮੌਕਾ ਦਿੱਤਾ ਜਾਵੇ ਤਾਂ ਜੋ ਉਹ ਫਿਰ ਆਪਣੇ ਇਨ੍ਹਾਂ ਨਵੇਂ ਆਇਡੀਆਂ ਨੂੰ ਵੱਖ ਵੱਖ ਖੇਤਰਾਂ ’ਚ ਲਿਜਾ ਸਕਣ। ਇਸ ਲੈਬ ’ਚ ਵਿਦਿਆਰਥੀਆਂ ਅਤੇ ਫੈਕਲਟੀ ਦੇ ਲਈ ਵਿਸ਼ੇਸ਼ ਤੌਰ ’ਤੇ ਕੈਂਪ, ਪ੍ਰੋਡਕਟ ਡਿਵੈੱਲਪਮੈਂਟ ,ਵਰਕਸ਼ਾਪ, ਟੈਨਿੰਗ ਸ਼ੈਸ਼ਨ ਕਰਵਾਏ ਜਾਣਗੇ ਅਤੇ ਇਥੋਂ ਤੱਕ ਕਿ ਦੇਸ਼ ਭਰ ਦੇ ਵੱਖ ਵੱਖ ਖੇਤਰਾਂ ਦੇ ਮਾਹਿਰ ਵੀ ਵਿਦਿਆਰਥੀਆਂ ਨਾਲ ਮਿਲਕੇ ਸਵਾਲ ਜਵਾਬ ਕਰਨਗੇ ਤਾਂ ਜੋ ਉਨ੍ਹਾਂ ਨੂੰ ਹਰ ਪੱਖ ਤੋਂ ਜਾਣਕਾਰੀ ਮਿਲ ਸਕੇ। ਇਸ ਤੋਂ ਇਲਾਵਾ ਸੈਮੀਨਾਰ ਕਾਨਫਰੰਸ ਵਰਗੀਆਂ ਵੱਖ ਵੱਖ 50 ਦੇ ਕਰੀਬ ਐਕਟੀਵਿਟੀਜ਼ ਨੂੰ ਇਹ ਲੈਬ ਅੰਜਾਮ ਦੇਵੇਗੀ। ਇਸ ਤੋਂ ਇਲਾਵਾ ਹਰ ਸਾਲ ਇਕ ਸੋ ਦੇ ਕਰੀਬ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਵੀ ਇਸ ਆਇਡੀਆ ਲੈਬ ਦੇ ਪਲੇਟਫਾਰਮ ਤੋਂ ਦਿੱਤੀ ਜਾਵੇਗੀ ਅਤੇ ਜਿਹੜੇ ਪੰਜਾਬ ਦੇ ਹੋਰ ਐਫੀਲੇਟਿਡ ਕਾਲਜ ਹਨ ਉਨ੍ਹਾਂ ਲਈ ਇਹ ਲੈਬ ਇਕ ਨੋਡਲ ਸੈਂਟਰ ਦਾ ਕੰਮ ਕਰੇਗੀ।ਇਸ ਪ੍ਰਾਪਤੀ ’ਤੇ ਬੋਲਦਿਆ ਬੀਸੀਐੱਲ ਇੰਡਸਟਰੀ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਅਤੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਕੁਸ਼ਲ ਮਿੱਤਲ ਨੇ ਕਿਹਾ ਕਿ ਇਹ ਕਾਫੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਆਪਣੇ ਬਠਿੰਡਾ ਦੀ ਟੈਕਨੀਕਲ ਯੂਨੀਵਰਸਿਟੀ ’ਚ ਪੰਜਾਬ ਭਰ ਦੀ ਪਹਿਲੀ ਲੈਬ ਖੁੱਲ ਰਹੀ ਹੈ। ਇਸ ਨਾਲ ਸਿਰਫ਼ ਪੰਜਾਬ ਹੀ ਨਹੀਂ ਬਲਕਿ ਹੋਰ ਦੂਰ ਦਰਾਡੇ ਦੇ ਵਿਦਿਆਰਥੀਆਂ ਨੂੰ ਵੀ ਵੱਡੀ ਸਹੂਲਤ ਮਿਲੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੂਟਾ ਸਿੰਘ ਸਿੱਧੂ, ਅਤੇ ਕਾਰਪੋਰੇਟ ਰਿਸੋਰਸ ਸੈਂਟਰ ਦੇ ਮੁਖੀ ਰਾਜੇਸ਼ ਗੁਪਤਾ ਵੱਲੋਂ ਵੀ ਇਸ ਵਿਸ਼ੇਸ਼ ਪ੍ਰੋਜੈਕਟ ਨੂੰ ਲੈ ਕਿ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਕਿਹਾ ਕਿ ਇਹ ਬੀਸੀਐੱਲ-ਏਆਈਸੀਟੀਈ ਆਇਡੀਆ ਲੈਬ ਨਾਲ ਇਲਾਕੇ ਦੇ ਹਜ਼ਾਰਾਂ ਵਿਦਿਆਰਥੀਆਂ ਅਤੇ ਸੈਂਕੜੇ ਫੈਕਲਟੀ ਮੈਂਬਰਾਂ ਨੂੰ ਸਹੂਲਤ ਮਿਲੇਗੀ ਜੋ ਕਿ ਇਲਾਕੇ ਲਈ ਬਹੁਤ ਮਾਣ ਵਾਲੀ ਗੱਲ ਹੈ।
ਨਵਜੋਤ ਸਿੱਧੂ ਨੇ ਮੁੜ ਸੱਦੀ ਮੀਟਿੰਗ, ਸਮਸੇਰ ਦੂਲੋ ਤੇ ਰਜ਼ੀਆ ਸੁਲਤਾਨਾ ਸਹਿਤ ਤਿੰਨ ਦਰਜਨ ਤੋਂ ਵੱਧ ਆਗੂ ਪੁੱਜੇ
ਸੁਖਜਿੰਦਰ ਮਾਨ
ਪਟਿਆਲਾ, 2 ਅਪ੍ਰੈਲ: ਲੰਘੀਆਂ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪੰਜਾਬ ਕਾਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਮੁੜ ਅਪਣੇ ਸਾਥੀਆਂ ਦੀ ਮੀਟਿੰਗ ਸੱਦ ਲਈ ਹੈ। ਸੂਤਰਾਂ ਮੁਤਾਬਕ ਸਿੱਧੂ ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਇਸ ਮੌਕੇ ਦੋ ਦਰਜਨ ਦੇ ਕਰੀਬ ਹਿਮਾਇਤੀ ਪੁੱਜੇ ਹੋਏ ਹਨ,ਜਿੰਨ੍ਹਾਂ ਵਿੱਚ ਪੰਜਾਬ ਕਾਗਰਸ ਦੇ ਸਾਬਕਾ ਪ੍ਰਧਾਨ ਸਮਸੇਰ ਸਿੰਘ ਦੂਲੋ ਵੀ ਮੁੱਖ ਤੌਰ ‘ਤੇ ਸਾਮਲ ਹਨ। ਇਸਤੋਂ ਇਲਾਵਾ ਇੱਕ ਹੋਰ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ ਪੀ, ਸਾਬਕਾ ਅੇਮ ਪੀ ਸੰਤੋਸ ਚੌਧਰੀ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ,ਸਾਬਕਾ ਵਿਧਾਇਕ ਤੇ ਲਾਲ ਸਿੰਘ ਦੇ ਪੁੱਤਰ ਰਜਿੰਦਰ ਸਿੰਘ, ਸਾਬਕਾ ਵਿਧਾਇਕ ਹਰਦਿਆਲ ਕੰਬੋਜ, ਗੁਰਪ੍ਰੀਤ ਜੀ ਪੀ, ਵਿਧਾਇਕ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ, ਮੋਹਨ ਸਿੰਘ ਫਲੀਆਂਵਾਲਾ, ਨਾਜਰ ਸਿੰਘ ਮਾਨਸਾਹੀਆ, ਸੁਰਜੀਤ ਧੀਮਾਨ, ਜਗਦੇਵ ਸਿੰਘ ਕਮਾਲੂ, ਜੱਗਾ ਸਿੰਘ, ਹਰਵਿੰਦਰ ਲਾਡੀ, ਸੁਖਵਿੰਦਰ ਡੈਨੀ, ਸੁਨੀਲ ਦੱਤੀ, ਨਵਤੇਜ ਸਿੰਘ ਚੀਮਾ, ਵਿਜੇ ਕਾਲੜਾ, ਪਿਰਮਿਲ ਸਿੰਘ , ਤਰਲੋਚਨ ਸੁੰਢ, ਅਜੇਪਾਲ ਸਿੰਘ ਸੰਧੂ, ਕਮਲਜੀਤ ਸਿੰਘ ਬਰਾੜ ਆਦਿ ਦੇ ਮੁੱਖ ਤੌਰ ਸਾਮਲ ਹਨ।ਸੂਤਰਾਂ ਮੁਤਾਬਕ ਇਹ ਸਿੱਧੂ ਹਿਮਾਇਤੀਆਂ ਦੀ ਚੌਥੀ ਮੀਟਿੰਗ ਹੈ,ਇਸਤੋਂ ਪਹਿਲਾਂ ਸੁਰੂਆਤ ਮੀਟਿੰਗ ਨਵਜੋਤ ਸਿੱਧੂ ਦੇ ਘਰ ਅੰਮਿ੍ਤਸਰ,ਦੂਜੀ ਸੁਲਤਾਨਪੁਰ ਲੋਧੀ ਤੋਂ ਚੋਣ ਲੜਣ ਵਾਲੇ ਨਵਤੇਜ ਸਿੰਘ ਚੀਮਾ ਦੇ ਘਰ ਅਤੇ ਤੀਜੀ ਮੀਟਿੰਗ ਲੁਧਿਆਣਾ ਵਿਖੇ ਹੋਈ ਸੀ। ਸਿੱਧੂ ਹਿਮਾਇਤੀਆਂ ਮੁਤਾਬਕ ਇੰਨਾਂ ਮੀਟਿੰਗਾਂ ਦਾ ਮੁੱਖ ਮੰਤਵ ਚੋਣਾਂ ਵਿੱਚ ਮਿਲੀ ਹਾਰ ਤੋਂ ਪਾਰਟੀ ਆਗੂਆਂ ਵਿੱਚ ਮੁੜ ਜਾਨ ਪਾਉਣਾ ਹੈ। ਇਸਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਹਾਈਕਮਾਂਡ ਨੇ ਹਾਲੇ ਤੱਕ ਪੰਜਾਬ ਕਾਗਰਸ ਦੇ ਪ੍ਰਧਾਨ ਵਜੋਂ ਸਿੱਧੂ ਦਾ ਅਸਤੀਫਾ ਵੀ ਸਵੀਕਾਰ ਨਹੀਂ ਕੀਤਾ ਹੈ। ਜਦੋਂਕਿ ਕਾਗਰਸ ਵਿੱਚ ਵਿਰੋਧੀ ਧੜਾ ਇੰਨਾਂ ਮੀਟਿੰਗਾਂ ਦਾ ਮੁੱਖ ਮੰਤਵ ਸਿੱਧੂ ਨੂੰ ਮੁੜ ਪ੍ਰਧਾਨ ਬਣਾਉਣਾ ਅਤੇ ਅਪਣੇ ਧੜੇ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣ ਲਈ ਦਬਾਅ ਪਾਉਣ ਦੀ ਨੀਤੀ ਦੱਸ ਰਹੇ ਹਨ। ਬਹਰਹਾਲ ਮੀਟਿੰਗ ਜਾਰੀ ਹੈ ਤੇ ਮੀਟਿੰਗ ਤੋਂ ਬਾਅਦ ਸਿੱਧੂ ਧੜੇ ਦੇ ਆਗੂ ਪ੍ਰੈਸ ਨੂੰ ਸੰਬੋਧਨ ਕਰ ਰਹੇ ਸਨ।
ਗਰੀਨ ਐਵਨਿਊ ਕਲੋਨੀ ਨਿਵਾਸੀਆਂ ਨੇ ਗੇਟ ਪੁੱਟਣ ਦੇ ਵਿਰੋਧ ‘ਚ ਵਿਧਾਇਕ ਨੂੰ ਦਿੱਤਾ ਮੰਗ ਪੱਤਰ
ਪੰਜਾਬੀ ਖਬਰਸਾਰ ਬਿਊਰੋ
ਬਠਿੰਡਾ, 2 ਅਪ੍ਰੈਲ: ਗਰੀਨ ਐਵਨਿਊ ਕਲੋਨੀ ਨਿਵਾਸੀਆਂ ਦੀ ਮੁਸ਼ਿਕਲ ਨੂੰ ਧਿਆਨ ਵਿਚ ਰੱਖਦਿਆਂ ਨਗਰ ਸੁਧਾਰ ਟਰੱਸਟ ਬਠਿੰਡਾ ਵੱਲੋਂ ਲਗਾਏ ਗਏ ਗੇਟ ਨੂੰ ਨਗਰ ਨਿਗਮ ਬਠਿੰਡਾ ਦੀ ਟੀਮ ਵੱਲੋਂ ਹਟਾਉਣ ਦੇ ਕਾਰਨ ਕਲੋਨੀ ਵਾਸੀਆਂ ਲਈ ਪੈਦਾ ਹੋਈਆਂ ਸਮੱਸਿਆਵਾਂ ਨੂੰ ਲੈ ਕੇ ਕੋਲੋਨੀ ਵਾਸੀਆਂ ਦਾ ਇੱਕ ਵਫ਼ਦ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਮਿਲਿਆ। ਪ੍ਰੈੱਸ ਬਿਆਨ ਜਾਰੀ ਕਰਦਿਆਂ ਪ੍ਰੋ. ਪਰਵੀਨ ਕੁਮਾਰ ਗਰਗ ਜਨਰਲ ਸਕੱਤਰ ਨੇ ਦਸਿਆ ਕਿ ਇਹ ਕਲੋਨੀ ਚਾਰੇ ਪਾਸਿਆਂ ਤੋਂ ਖੁੱਲ੍ਹੀ ਹੋਣ ਕਾਰਨ ਬਹੁਤ ਸਮੱਸਿਆਂ ਆ ਰਹੀਆਂ ਹਨ। ਕਲੋਨੀ ਵਿਚ ਫਿਰਦੇ ਅਵਾਰਾ ਪਸ਼ੂ, ਗੋਨਿਆਣਾ ਮੰਡੀ ਅਤੇ ਮਲੋਟ ਨੂੰ ਜਾਣ ਵਾਲੀ ਟ੍ਰੈਫਿਕ ਵੱਡੀ ਪ੍ਰੇਸ਼ਾਨੀ ਹੈ। ਰੋਜਗਾਰਡਨ ਸਾਹਮਣੇ ਧੱਕੇ ਨਾਲ ਬਣੀ ਸਬਜ਼ੀ ਮੰਡੀ, ਨਜਾਇਜ਼ ਮੱਛੀ ਮਾਰਕਿਟ ਅਤੇ ਮੀਟ ਦੀਆਂ ਦੁਕਾਨਾਂ ਕਰਕੇ ਕਾਰਾਂ ਵਿਚ ਬੈਠ ਕੇ ਸ਼ਰਾਬ ਪੀਂਦੇ ਲੋਕ ਕਲੋਨੀ ਦੇ ਘਰਾਂ ਅੱਗੇ ਪਿਸ਼ਾਬ ਕਰਦੇ ਹਨ। ਸਬਜ਼ੀ ਰੇੜ੍ਹੀਆਂ, ਟਰੈਕਟਰ ਟਰਾਲੀਆਂ ਵਾਲੇ ਕੋਠੀਆਂ ਅੱਗੇ ਖਲੋ ਕੇ ਸਬਜ਼ੀ ਵੇਚਦੇ ਹਨ।ਹਰ ਰੋਜ਼ ਖਾਸ ਕਰ ਐਤਵਾਰ ਨੂੰ ਮਿੱਤਲ ਮਾਲ ਵਿਖੇ ਆਉਣ ਵਾਲੇ ਆਪਣੀਆਂ ਕਾਰਾਂ ਕਲੋਨੀ ਦੇ ਘਰਾਂ ਅੱਗੇ ਖੜ੍ਹੀਆਂ ਕਰ ਦਿੰਦੇ ਹਨ ਅਤੇ ਪ੍ਰੇਸ਼ਾਨੀ ਦਾ ਸਬੱਬ ਬਣਦੇ ਹਨ। ਹਰ ਕਿਸਮ ਦੀ ਚੋਰੀ ਅਤੇ ਸਨੈਚਿੰਗ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਕਲੋਨੀ ਵਾਸੀਆਂ ਦੀ ਮੁਸ਼ਿਕਲ ਨੂੰ ਧਿਆਨ ਵਿਚ ਰੱਖਦਿਆਂ ਟਰੱਸਟ ਨੇ ਇਕ ਗੇਟ ਸਬਜ਼ੀ ਮੰਡੀ ਵਾਲੇ ਪਾਸੇ ਲਗਾ ਕੇ ਕਲੋਨੀ ਨੂੰ ਰਾਹਤ ਦਿੱਤੀ ਸੀ ਪਰ ਹੁਣ ਨਗਰ ਨਿਗਮ ਬਠਿੰਡਾ ਨੇ ਧੱਕੇ ਨਾਲ ਗੇਟ ਨੂੰ ਤਹਿਸ-ਨਹਿਸ ਕਰਕੇ ਕਨੋਨੀ ਵਾਸੀਆਂ ਦੀਆਂ ਮਸ਼ਿਕਲਾਂ ਵਿਚ ਅਥਾਹ ਵਾਧਾ ਕਰ ਦਿੱਤਾ ਹੈ। ਕਲੋਨੀ ਵਾਸੀ ਗੇਟ ਦੁਬਾਰਾ ਲਗਾਉਣ ਦੀ ਮੰਗ ਨੂੰ ਲੈ ਕੇ ਹਲਕਾ ਵਿਧਾਇਕ ਸ਼੍ਰੀ ਜਗਰੂਪ ਸਿੰਘ ਗਿੱਲ ਨੂੰ ਮਿਲਿਆ। ਵਿਧਾਇਕ ਨੇ ਮੁਸ਼ਿਕਲ ਪ੍ਰਸ਼ਾਸ਼ਨ ਨਾਲ ਮਿਲਕੇ ਹੱਲ ਕਰਨ ਦਾ ਭਰੋਸਾ ਦਿਵਾਇਆ।
ਪ੍ਰੋਫ਼ੈਸਰ ਡਾ ਸਿਵੀਆ ਸਰ ਥਾਮਸ ਵਾਰਡ ਮੈਮੋਰੀਅਲ ਐਵਾਰਡ ਨਾਲ ਸਨਮਾਨਤ
ਚੰਡੀਗੜ੍ਹ, ਪੰਜਾਬ ਨੂੰ ਸੌਂਪਣ ਲਈ ਭਾਜਪਾ ਨੂੰ ਛੱਡ ਕੇ ਸਦਨ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ
ਮੁੱਖ ਮੰਤਰੀ ਤੇ ਸਦਨ ਦੇ ਨੇਤਾ ਭਗਵੰਤ ਮਾਨ ਨੇ ਸਦਨ ਵਿਚ ਪੇਸ਼ ਕੀਤਾ ਮਤਾ
ਮੁੱਖ ਮੰਤਰੀ ਵੱਲੋਂ ਸਾਰੀਆਂ ਵਿਰੋਧੀ ਧਿਰਾਂ ਦੇ ਮੈਂਬਰਾਂ ਨੂੰ ਪੰਜਾਬ ਦੇ ਸਾਂਝੇ ਹਿੱਤਾਂ ਖਾਤਰ ਨਿੱਜੀ ਵਖਰੇਵਿਆਂ ਤੋਂ ਉਪਰ ਉਠ ਕੇ ਇਕ ਮੰਚ ਉਤੇ ਇਕੱਠੇ ਹੋਣ ਦੀ ਅਪੀਲ
ਸੂਬਿਆਂ ਨੂੰ ਬਣਦੇ ਹੱਕਾਂ ਤੋਂ ਵਾਂਝੇ ਕਰਨ ਵਾਲੇ ਕੇਂਦਰ ਸਰਕਾਰ ਦੇ ਨਾਪਾਕ ਤੇ ਲੁਕਵੇ ਏਜੰਡੇ ਦਾ ਪਰਦਾਫਾਸ਼ ਕੀਤਾ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਵਿਧਾਨ ਸਭਾ ਵਿਚ ਸਦਨ ਦੇ ਨੇਤਾ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ, ਪੰਜਾਬ ਨੂੰ ਸੌਂਪਣ ਲਈ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਮਤਾ ਪੇਸ਼ ਕੀਤਾ ਗਿਆ ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਸਦਨ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਸਾਡੇ ਸੰਵਿਧਾਨ ਵਿਚ ਦਰਜ ਸੰਘਵਾਦ ਦੇ ਸਿਧਾਂਤਾਂ ਦਾ ਸਤਿਕਾਰ ਕਰਦੇ ਹੋਏ ਅਜਿਹਾ ਕੋਈ ਵੀ ਕਦਮ ਨਾ ਚੁੱਕੇ ਜਿਸ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਰਗੀਆਂ ਹੋਰ ਸਾਂਝੀਆਂ ਸੰਪਤੀਆਂ ਦੇ ਸੰਤੁਲਨ ਵਿੱਚ ਵਿਘਨ ਪੈਂਦਾ ਹੋਵੇ। ਹਾਲਾਂਕਿ, ਭਾਜਪਾ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਮਤੇ ’ਤੇ ਵਿਚਾਰ-ਚਰਚਾ ਵਿਚ ਹਿੱਸਾ ਲੈਂਦੇ ਹੋਏ ਮਤੇ ਦਾ ਵਿਰੋਧ ਕੀਤਾ ਅਤੇ ਇਸ ਤੋਂ ਬਾਅਦ ਰੋਸ ਵਜੋਂ ਵਿਧਾਨ ਸਭਾ ’ਚੋਂ ਵਾਕਆਊਟ ਕਰ ਗਏ।
16ਵੀਂ ਪੰਜਾਬ ਸਭਾ ਦੇ ਪਹਿਲੇ ਸੈਸ਼ਨ ਦੀ ਇਕ ਰੋਜ਼ਾ ਵਿਸ਼ੇਸ਼ ਬੈਠਕ ਦੌਰਾਨ ਸੱਤਾਧਾਰੀ ਅਤੇ ਵਿਰੋਧੀ ਧਿਰਾਂ ਦੇ ਵੱਖ-ਵੱਖ ਮੈਂਬਰਾਂ ਵੱਲੋਂ ਉਠਾਏ ਨੁਕਤਿਆਂ ਨੂੰ ਵਿਚਾਰਨ ਤੋਂ ਬਾਅਦ ਵਿਚਾਰ-ਚਰਚਾ ਨੂੰ ਸਮੇਟਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਸਬੰਧ ਵਿਚ ਕੇਂਦਰ ਸਰਕਾਰ ਉਤੇ ਦਬਾਅ ਬਣਾਉਣ ਲਈ ਸਾਰੇ ਰਾਹ ਤਲਾਸ਼ੇਗੀ ਅਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਦਾ ਸਮਾਂ ਲੈ ਕੇ ਆਪਣਾ ਪੱਖ ਪੇਸ਼ ਕਰੇਗੀ ਤਾਂ ਕਿ ਪੰਜਾਬ ਦੇ ਬਣਦੇ ਹੱਕਾਂ ਦੀ ਲੜਾਈ ਢੁਕਵੇਂ ਨਤੀਜੇ ਤੱਕ ਲੜੀ ਜਾ ਸਕੇ।ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸੱਦਾ ਦਿੰਦੇ ਹੋਏ ਭਗਵੰਤ ਮਾਨ ਨੇ ਸਾਰੀਆਂ ਪਾਰਟੀਆਂ ਨੂੰ ਸਿਆਸੀ ਵਖਰੇਵਿਆਂ ਤੋਂ ਉਪਰ ਉਠ ਕੇ ਖੁੱਲ੍ਹਦਿਲੀ ਨਾਲ ਸਹਿਯੋਗ ਤੇ ਸਮਰਥਨ ਦੇਣ ਦੀ ਮੰਗ ਕੀਤੀ ਕਿਉਂ ਜੋ ਇਹ ਮਸਲਾ ਬਹੁਤ ਸੰਵੇਦਨਸ਼ੀਲ ਅਤੇ ਜਜ਼ਬਾਤੀ ਤੇ ਸਮਾਜਿਕ ਨਜ਼ਰੀਏ ਤੋਂ ਵੀ ਬਹੁਤ ਮਹੱਤਵਪੂਰਨ ਹੈ। ਇਸ ਕਰਕੇ ਵਡੇਰੇ ਜਨਤਕ ਹਿੱਤ ਵਿਚ ਸਾਨੂੰ ਸਾਰਿਆਂ ਨੂੰ ਇਕ ਮੰਚ ਉਤੇ ਇਕੱਠੇ ਹੋਣਾ ਚਾਹੀਦਾ ਹੈ ਤਾਂ ਕਿ ਇਕਜੁਟ ਹੋ ਕੇ ਕੇਂਦਰ ਸਰਕਾਰ ਪਾਸੋਂ ਸੂਬੇ ਦੀਆਂ ਵਾਜਬ ਮੰਗਾਂ ਮਨਵਾਈਆਂ ਜਾ ਸਕਣ।ਸੰਸਦ ਮੈਂਬਰ ਵਜੋਂ ਆਪਣੇ ਬੀਤੇ ਤਜਰਬੇ ਨੂੰ ਸਾਂਝਾ ਕਰਦਿਆਂ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਦੱਖਣੀ ਸੂਬਿਆਂ ਦੇ ਨੇਤਾਵਾਂ ਵਾਂਗ ਏਕਤਾ ਤੇ ਮੇਲਜੋਲ ਦੀ ਭਾਵਨਾ ਜ਼ਾਹਰ ਕਰਨ ਦਾ ਸੱਦਾ ਦਿੱਤਾ ਕਿਉਂ ਜੋ ਦੱਖਣ ਦੇ ਨੇਤਾ ਆਪੋ-ਆਪਣੇ ਸੂਬੇ ਦੇ ਹੱਕਾਂ ਦੀ ਖਾਤਰ ਨਿੱਜੀ ਤੇ ਸੌੜੇ ਹਿੱਤ ਲਾਂਭੇ ਕਰਕੇ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਦੇ ਹਨ।ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਦੀ ਲੀਡਰਸ਼ਿਪ ਖਾਸ ਕਰਕੇ ਪੰਜਾਬ, ਦਿੱਲੀ, ਪੱਛਮੀ ਬੰਗਾਲ ਵਰਗੇ ਰਾਜਾਂ ਵਿਚ ਬਦਲਾਖੋਰੀ ਦੀ ਰਾਜਨੀਤੀ ਕਰਨ ‘ਤੇ ਤੁਲੀ ਹੋਈ ਹੈ, ਜਿੱਥੇ ਇਸ ਦੀ ਲੀਡਰਸ਼ਿਪ ਆਪਣੀ ਸਰਕਾਰ ਬਣਾਉਣ ਲਈ ਲੋਕਾਂ ਦਾ ਫਤਵਾ ਹਾਸਲ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ।
ਭਗਵੰਤ ਮਾਨ ਨੇ ਕੇਂਦਰ ‘ਤੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੰਘੀ ਢਾਂਚੇ ਨਾਲ ਛੇੜਛਾੜ ਕਰਕੇ ਸੂਬਿਆਂ ਨੂੰ ਸੌਂਪੀਆਂ ਸ਼ਕਤੀਆਂ ਹੜੱਪਣ ਲਈ ਵੀ ਨਿਸ਼ਾਨਾ ਸਾਧਿਆ। ਇੱਕ ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਵੇਂ ਕੇਂਦਰ ਨੇ ਤਿੰਨ ਕਾਲੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲਾਗੂ ਕੀਤਾ ਅਤੇ ਬਾਅਦ ਵਿੱਚ ਦੇਸ਼ ਭਰ ਵਿੱਚ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਕਾਰਨ ਦਬਾਅ ‘ਚ ਆ ਕੇ ਉਨ੍ਹਾਂ ਨੂੰ ਰੱਦ ਕਰ ਦਿੱਤਾ।ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਗਏ ਨਿਰਾਸ਼ਜਨਕ ਅਤੇ ਮਤਰੇਈ ਮਾਂ ਵਾਲੇ ਸਲੂਕ ਦਾ ਜ਼ਿਕਰ ਕਰਦਿਆਂ ਸੰਸਦ ਮੈਂਬਰ ਵਜੋਂ ਭਗਵੰਤ ਮਾਨ ਨੇ ਇੱਕ ਘਟਨਾ ਦਾ ਵਰਣਨ ਕਰਦਿਆਂ ਦੱਸਿਆ ਕਿ ਕਿਵੇਂ ਅਤਿਵਾਦੀਆਂ ਨੇ 2016 ਵਿੱਚ ਪਠਾਨਕੋਟ ਏਅਰਬੇਸ ‘ਤੇ ਹਮਲਾ ਕੀਤਾ ਸੀ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਸੂਬੇ ਦੇ ਪੁਲਿਸ ਬਲ ਨੇ ਆਪਣੀ ਨਿੱਜੀ ਸੁਰੱਖਿਆ ਦੀ ਪਰਵਾਹ ਕੀਤੇ ਬਿਨਾਂ ਅੱਤਵਾਦੀਆਂ ਨੂੰ ਖਤਮ ਕਰਨ ਵਿੱਚ ਸਹਾਇਤਾ ਕੀਤੀ ਅਤੇ ਬਹਾਦਰੀ ਨਾਲ ਹਮਲੇ ਦਾ ਜਵਾਬ ਦਿੱਤਾ। ਮਾਨ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਨੇ ਇਸ ਸਬੰਧ ਵਿੱਚ ਰਾਜ ਨੂੰ ਕੇਂਦਰੀ ਸੁਰੱਖਿਆ ਬਲ ਮੁਹੱਈਆ ਕਰਵਾਉਣ ਲਈ 7.50 ਕਰੋੜ ਰੁਪਏ ਦਾ ਬਿੱਲ ਬਣਾਇਆ ਸੀ। ਉਨ੍ਹਾਂ ਕਿਹਾ ਕਿ ਅੰਤ ਵਿੱਚ ਇਹ ਰਕਮ ਤਤਕਾਲੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਨਿੱਜੀ ਦਖਲ ਨਾਲ ਉਨ੍ਹਾਂ ਦੇ ਸਾਥੀ ਸੰਸਦ ਮੈਂਬਰ ਸਾਧੂ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਮੁਆਫ ਕਰ ਦਿੱਤੀ ਗਈ ਸੀ। ਮਾਨ ਨੇ ਕਿਹਾ, “ਇਹ ਬਹੁਤ ਹੀ ਵਿਰੋਧਾਭਾਸੀ ਹੈ ਕਿ ਸਰਹੱਦੀ ਰਾਜ ਜੋ ਅੱਤਵਾਦ ਦੀ ਮਾਰ ਝੱਲ ਰਿਹਾ ਹੈ, ਨੂੰ ਵੀ ਆਪਣੀ ਸੁਰੱਖਿਆ ਲਈ ਮੋਟੀ ਰਕਮ ਅਦਾ ਕਰਨੀ ਪਈ ਹੈ।” ਉਨ੍ਹਾਂ ਕੇਂਦਰ ਨੂੰ ਸਪੱਸ਼ਟ ਕਰਨ ਲਈ ਕਿਹਾ, “ਕੀ ਤੁਸੀਂ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨਦੇ?”ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਸਮਝ ਨਹੀਂ ਲੱਗ ਰਹੀ ਕਿ ਰਾਜਸਥਾਨ ਦੀ ਸਰਹੱਦ ਦਾ 2.5 ਗੁਣਾ ਤੋਂ ਵੱਧ ਰਕਬਾ ਅਤੇ ਜੰਮੂ-ਕਸ਼ਮੀਰ ਦੀ ਸਰਹੱਦ ਦਾ ਅੱਧੇ ਤੋਂ ਵੱਧ ਹਿੱਸਾ ਪਾਕਿਸਤਾਨ ਨਾਲ ਲੱਗਦਾ ਹੋਣ ਦੇ ਬਾਵਜੂਦ ਜਿੱਥੇ ਕੰਡਿਆਲੀ ਤਾਰ ਵੀ ਨਹੀਂ ਹੈ, ਵਿੱਚ ਨਸ਼ਿਆਂ ਦੀ ਕੋਈ ਸਮੱਸਿਆ ਨਹੀਂ ਹੈ ਜਦਕਿ ਪੰਜਾਬ ਅਜੇ ਵੀ ਨਸ਼ਿਆਂ ਦੀ ਅਲਾਮਤ ਨਾਲ ਜੂਝ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਥੇ ਸੂਬੇ ਵਿੱਚ ‘ਚਿੱਟਾ’ ਤਿਆਰ ਕੀਤਾ ਜਾ ਰਿਹਾ ਹੈ ਅਤੇ ਅਜਿਹੀਆਂ ਘਿਨਾਉਣੀਆਂ ਗਤੀਵਿਧੀਆਂ ਵਿੱਚ ਸ਼ਾਮਲ ਅਤੇ ਪੰਜਾਬੀ ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਵਿਅਕਤੀਆਂ ਦਾ ਜਲਦ ਹੀ ਪਰਦਾਫਾਸ਼ ਕੀਤਾ ਜਾਵੇਗਾ।ਪੰਜਾਬ ਨੂੰ ਇੱਕ ਵਾਰ ਫਿਰ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਲੋਕਾਂ ਨੂੰ ਆਪਣੀ ਸਰਕਾਰ ਵਿੱਚ ਭਰੋਸਾ ਜਤਾਉਣ ਲਈ ਕਿਹਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਸੁਪਨੇ ਜਲਦੀ ਹੀ ਸਾਕਾਰ ਹੋਣਗੇ ਅਤੇ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕੀਤਾ ਜਾਵੇਗਾ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪ੍ਰਗਟ ਸਿੰਘ, ਸੁਖਪਾਲ ਸਿੰਘ ਖਹਿਰਾ ਤੇ ਸੰਦੀਪ ਜਾਖੜ, ‘ਆਪ’ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਜੈ ਕਿਸ਼ਨ ਰੋੜੀ ਅਤੇ ਜੀਵਨਜੋਤ ਕੌਰ, ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਬਸਪਾ ਦੇ ਵਿਧਾਇਕ ਨਛੱਤਰ ਪਾਲ ਨੇ ਵੀ ਮਤੇ ‘ਤੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ।
ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਬੈਠਕ ਦੌਰਾਨ ਪੇਸ਼ ਕੀਤਾ ਮਤਾ- “ਪੰਜਾਬ ਪੁਨਰਗਠਨ ਐਕਟ, 1960 ਦੇ ਦੁਆਰਾ ਪੰਜਾਬ ਦਾ ਪੁਨਰਗਠਨ ਕੀਤਾ ਗਿਆ ਸੀ। ਜਿਸ ਵਿੱਚ, ਪੰਜਾਬ ਰਾਜ ਦਾ ਪੁਨਰਗਠਨ ਹਰਿਆਣਾ ਪ੍ਰਾਂਤ, ਚੰਡੀਗੜ੍ਹ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਕੀਤਾ ਗਿਆ ਸੀ ਅਤੇ ਪੰਜਾਬ ਦੇ ਕੁੱਝ ਹਿੱਸੇ ਉਦੋਂ ਦੇ ਹਿਮਾਚਲ ਪ੍ਰਦੇਸ਼, ਕੇਂਦਰੀ ਸ਼ਾਸਿਤ ਪ੍ਰਦੇਸ਼ ਨੂੰ ਦਿੱਤੇ ਗਏ ਸਨ। ਉਦੋਂ ਤੋਂ ਪੰਜਾਬ ਰਾਜ ਅਤੇ ਹਰਿਆਣਾ ਰਾਜ ਦੇ ਨਾਮਜ਼ਦਾਂ ਨੂੰ ਪ੍ਰਬੰਧਕੀ ਪੱਧਰ ’ਤੇ ਕੁਝ ਅਨੁਪਾਤ ਦੇ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਰਗੀਆਂ ਸਾਂਝੀਆਂ ਸੰਪਤੀਆਂ ਦੇ ਪ੍ਰਬੰਧ ਵਿੱਚ ਸੰਤੁਲਨ ਬਣਾਇਆ ਗਿਆ ਸੀ। ਕੇਂਦਰ ਸਰਕਾਰ ਨੇ ਆਪਣੀਆਂ ਕੁਝ ਹਾਲ ਹੀ ਦੀਆਂ ਕਾਰਵਾਈਆਂ ਵਿੱਚ ਇਸ ਸੰਤੁਲਨ ਨੂੰ ਅਸੰਤੁਲਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੈਂਬਰਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੂੰ ਭੇਜਿਆ ਹੈ, ਜਦ ਕਿ ਇਹ ਅਸਾਮੀਆਂ ਰਿਵਾਇਤੀ ਤੌਰ ‘ਤੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੁਆਰਾ ਭਰੀਆਂ ਜਾਂਦੀਆਂ ਹਨ। ਇਸ ਤਰ੍ਹਾਂ, ਚੰਡੀਗੜ੍ਹ ਪ੍ਰਸ਼ਾਸਨ ਨੂੰ ਹਮੇਸ਼ਾ 60:40 ਦੇ ਅਨੁਪਾਤ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਫਸਰਾਂ ਦੁਆਰਾ ਵਿਵਸਥਿਤ ਕੀਤਾ ਗਿਆ ਹੈ। ਐਪਰ, ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਖੇ ਬਾਹਰਲੇ ਅਫਸਰਾਂ ਨੂੰ ਤੈਨਾਤ ਕੀਤਾ ਹੈ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਲਈ ਕੇਂਦਰੀ ਸਿਵਲ ਸੇਵਾ ਨਿਯਮ ਲਾਗੂ ਕੀਤੇ ਹਨ, ਜੋ ਅਤੀਤ ਵਿੱਚ ਬਣੀ ਸਹਿਮਤੀ ਸਮਝ ਦੇ ਬਿਲਕੁਲ ਵਿੱਰੁਧ ਹਨ।ਚੰਡੀਗੜ੍ਹ ਸ਼ਹਿਰ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਹੋਂਦ ਵਿੱਚ ਲਿਆਂਦਾ ਗਿਆ ਸੀ। ਜੇਕਰ ਪਿਛਲੀਆਂ ਮਿਸਾਲਾਂ ਵੇਖੋ ਤਾਂ ਜਦੋਂ ਵੀ ਕਿਸੇ ਰਾਜ ਦਾ ਵਿਭਾਜਨ ਹੋਇਆ ਹੈ, ਤਾਂ ਰਾਜਧਾਨੀ ਮੂਲ ਰਾਜ ਪਾਸ ਰਹਿੰਦੀ ਹੈ। ਇਸ ਲਈ ਪੰਜਾਬ, ਮੁਕੰਮਲ ਤੌਰ ‘ਤੇ ਚੰਡੀਗੜ੍ਹ ਪੰਜਾਬ ਨੂੰ ਦਿੱਤੇ ਜਾਣ ਲਈ ਆਪਣਾ ਦਾਅਵਾ ਪੇਸ਼ ਕਰਦਾ ਰਿਹਾ ਹੈ।ਪਹਿਲਾਂ ਵੀ ਇਸ ਸਦਨ ਨੇ ਚੰਡੀਗੜ੍ਹ, ਪੰਜਾਬ ਨੂੰ ਦੇਣ ਲਈ ਕੇਂਦਰੀ ਸਰਕਾਰ ਪਾਸ ਬੇਨਤੀ ਕਰਦੇ ਹੋਏ ਬਹੁਤ ਸਾਰੇ ਮਤੇ ਪਾਸ ਕੀਤੇ ਹਨ, ਇਕਸੁਰਤਾ ਬਣਾਏ ਰੱਖਣ ਲਈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਸਦਨ ਇਕ ਵਾਰ ਫਿਰ ਚੰਡੀਗੜ੍ਹ ਪੰਜਾਬ ਨੂੰ ਤੁਰੰਤ ਦੇਣ ਲਈ ਕੇਂਦਰੀ ਸਰਕਾਰ ਕੋਲ ਮਾਮਲਾ ਉਠਾਉਣ ਲਈ ਰਾਜ ਸਰਕਾਰ ਨੂੰ ਸਿਫਾਰਸ਼ ਕਰਦਾ ਹੈ। ਇਹ ਸਦਨ, ਸਾਡੇ ਸੰਵਿਧਾਨ ਵਿਚ ਦਰਜ ਸੰਘਵਾਦ ਦੇ ਸਿਧਾਂਤਾਂ ਨੂੰ ਸਤਿਕਾਰ ਦੇਣ ਲਈ ਰਾਜ ਸਰਕਾਰ ਨੂੰ ਸਿਫਾਰਸ਼ ਕਰਦਾ ਹੈ ਕਿ ਉਹ ਕੇਂਦਰ ਸਰਕਾਰ ਨੂੰ ਬੇਨਤੀ ਕਰੇ ਕਿ ਉਹ ਅਜਿਹਾ ਕੋਈ ਵੀ ਕਦਮ ਨਾ ਚੁੱਕੇ ਜਿਸ ਨਾਲ ਚੰਡੀਗੜ੍ਹ ਪ੍ਰਸ਼ਾਸਨ ਅਤੇ ਬੀ.ਬੀ.ਐਮ.ਬੀ. ਵਰਗੀਆਂ ਹੋਰ ਸਾਂਝੀਆਂ ਸੰਪਤੀਆਂ ਦੇ ਸੰਤੁਲਨ ਵਿੱਚ ਵਿਘਨ ਪਵੇ।”
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ਵਿੱਚ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ ਪ੍ਰਾਜੈਕਟ ਦੀ ਸ਼ੁਰੂਆਤ
ਜੀ.ਆਈ.ਐਸ. ਆਧਾਰਤ ਆਈ.ਆਰ.ਏ.ਡੀ. ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਕਿਹਾ, ਸੂਬਾ ਸਰਕਾਰ ਸੜਕੀ ਹਾਦਸਿਆਂ ‘ਚ ਮੌਤ ਦਰ ਬਿਲਕੁਲ ਹੇਠਲੇ ਪੱਧਰ ‘ਤੇ ਲਿਜਾਣ ਲਈ ਵਚਨਬੱਧ
ਪੰਜਾਬ ਦੇ ਸਕੂਲਾਂ ਨੇੜੇ ਸਾਰੇ ਵਾਹਨਾਂ ਲਈ ਸਪੀਡ ਹੱਦ 25 ਕਿਲੋਮੀਟਰ ਪ੍ਰਤੀ ਘੰਟਾ ਨਿਰਧਾਰਤ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਵਿੱਚ ਸੜਕ ਹਾਦਸਿਆਂ ਅਤੇ ਮੌਤ ਦਰ ਨੂੰ ਬਿਲਕੁਲ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ (ਆਈ.ਆਰ.ਏ.ਡੀ.) ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਥੇ ਸੜਕੀ ਹਾਦਸਿਆਂ ਨੂੰ ਘਟਾਉਣ, ਸੜਕੀ ਬਣਤਰ ਵਿੱਚ ਸੁਧਾਰ ਕਰਨ ਅਤੇ ਜ਼ਿਆਦਾ ਹਾਦਸੇ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਲਈ ਜੀ.ਆਈ.ਐਸ. ਆਧਾਰਤ ਤਕਨਾਲੌਜੀ ਨਾਲ ਲੈਸ ਆਈ.ਆਰ.ਏ.ਡੀ. ਸ਼ੁਰੂ ਕੀਤਾ ਗਿਆ ਹੈ।ਪੰਜਾਬ ਭਵਨ ਵਿੱਚ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ), ਨੈਸ਼ਨਲ ਹਾਈਵੇਜ਼, ਸਿਹਤ ਤੇ ਪਰਿਵਾਰ ਭਲਾਈ, ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਅਤੇ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਅੰਤਰ-ਵਿਭਾਗੀ ਮੋਬਾਈਲ ਐਪਲੀਕੇਸ਼ਨ ਆਧਾਰਤ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਉਪਰੰਤ ਕਿਹਾ ਕਿ ਸੂਬੇ ਵਿੱਚ ਪ੍ਰਤੀ ਦਿਨ 10 ਤੋਂ 12 ਮੌਤਾਂ ਹੋ ਰਹੀਆਂ ਹਨ। ਇਹ ਦਰ ਦੇਸ਼ ਵਿੱਚ ਪ੍ਰਤੀ ਦਿਨ ਹੋ ਰਹੀਆਂ 8 ਤੋਂ 9 ਮੌਤਾਂ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਵਿੱਚ ਅਜਾਈਂ ਜਾ ਰਹੀ ਇੱਕ-ਇੱਕ ਮੌਤ ਦੁਖਦਾਈ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕੀ ਮੌਤ ਦਰ ਨੂੰ ਬਿਲਕੁਲ ਘਟਾਉਣ ਲਈ ਵਚਨਬੱਧ ਹੈ।ਸ. ਭੁੱਲਰ ਨੇ ਦੱਸਿਆ ਕਿ ਸੱਤ ਪ੍ਰਮੁੱਖ ਸੂਬਿਆਂ ਪੰਜਾਬ, ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਆਈ.ਆਰ.ਏ.ਡੀ. ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਪਰ ਪੰਜਾਬ ਇਸ ਪ੍ਰਾਜੈਕਟ ਵਿੱਚ ਐਡਵਾਂਸ ਤਕਨਾਲੌਜੀ ਵਰਤਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਆਈ.ਆਰ.ਏ.ਡੀ. ਨੂੰ ਪੁਲਿਸ ਸਟੇਸ਼ਨ ਦੀਆਂ ਹੱਦਾਂ ਨਾਲ ਜੀ.ਆਈ.ਐਸ. ਮੈਪਸ ਰਾਹੀਂ ਜੋੜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਸੂਬਿਆਂ ਅਤੇ ਦੇਸ਼ ਦੇ ਹਰ ਹਿੱਸੇ ਤੋਂ ਦੁਰਘਟਨਾ ਡੇਟਾਬੇਸ ਤਿਆਰ ਕਰਨ ਲਈ ਇੰਟੀਗ੍ਰੇਟਿਡ ਰੋਡ ਐਕਸੀਡੈਂਟ ਡੇਟਾਬੇਸ (ਆਈ.ਆਰ.ਏ.ਡੀ.) ਤਿਆਰ ਕਰਨਾ ਹੈ। ਇਸ ਪ੍ਰਾਜੈਕਟ ਤਹਿਤ ਡੇਟਾ ਵਿਸ਼ਲੇਸ਼ਣ ਤਕਨੀਕਾਂ ਨੂੰ ਲਾਗੂ ਕਰਕੇ ਦੇਸ਼ ਭਰ ਵਿੱਚ ਇਕੱਠੇ ਕੀਤੇ ਸੜਕ ਦੁਰਘਟਨਾਵਾਂ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਕੇ ਵੱਖ-ਵੱਖ ਕਿਸਮਾਂ ਦੇ ਸੁਝਾਅ ਦਿੱਤੇ ਜਾਣਗੇ।ਸਮਾਗਮ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ ਅਤੇ ਏ.ਡੀ.ਜੀ.ਪੀ. (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ ਸਮੇਤ ਕਈ ਅਧਿਕਾਰੀ ਮੌਜੂਦ ਸਨ।
ਪੰਜਾਬ ਦੇ ਸਕੂਲਾਂ ਨੇੜੇ ਸਾਰੇ ਵਾਹਨਾਂ ਲਈ ਸਪੀਡ ਹੱਦ 25 ਕਿਲੋਮੀਟਰ ਪ੍ਰਤੀ ਘੰਟਾ ਨਿਰਧਾਰਤ
ਇਸ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਸਾਰੇ ਵਾਹਨਾਂ ਲਈ ਸਕੂਲਾਂ ਨੇੜੇ ਪਹਿਲੀ ਵਾਰ ਸਪੀਡ ਦੀ ਉਪਰਲੀ ਹੱਦ ਨਿਰਧਾਰਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਵਾਹਨ ਸਕੂਲਾਂ ਨੇੜੇ ਸਪੀਡ ਹੱਦ 25 ਕਿਲੋਮੀਟਰ ਪ੍ਰਤੀ ਘੰਟਾ ਰੱਖਣਗੇ ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਵਾਜਾਈ ਕੰਟਰੋਲ ਕਰਨ ਸਮੇਂ ਯਕੀਨੀ ਬਣਾਉਣ ਕਿ ਚਾਲਕ ਸਕੂਲਾਂ ਨੇੜੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ।ਉਨ੍ਹਾਂ ਲੋਕਾਂ ਨੂੰ ਵੀ ਉਚੇਚੇ ਤੌਰ ‘ਤੇ ਅਪੀਲ ਕੀਤੀ ਕਿ ਬਾਹਰਲੇ ਮੁਲਕਾਂ ਵਿੱਚ ਸਕੂਲ ਬੱਸਾਂ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਜੇ ਅਸੀਂ ਚਾਹੁੰਦੇ ਹਾਂ ਕਿ ਬਾਹਰਲੇ ਮੁਲਕਾਂ ਦੀ ਬਰਾਬਰੀ ਕਰੀਏ ਤਾਂ ਸਾਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ ਅਤੇ ਵਿਦਿਆਰਥੀਆਂ ਦੇ ਸੜਕ ਪਾਰ ਕਰਨ ਜਾਂ ਸਕੂਲ ਬੱਸਾਂ ਦੇ ਆਉਣ-ਜਾਣ ਸਮੇਂ ਨਿਰਧਾਰਤ ਗਤੀ ਮੁਤਾਬਕ ਆਪਣਾ ਵਾਹਨ ਚਲਾਈਏ ਜਾਂ ਰੋਕ ਲਈਏ।
ਕਿਵੇਂ ਕੰਮ ਕਰੇਗਾ ਪ੍ਰਾਜੈਕਟ?
ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ (ਆਈ.ਆਰ.ਏ.ਡੀ.) ਸਿਸਟਮ ਮੋਬਾਈਲ ਐਪਲੀਕੇਸ਼ਨ ਨਾਲ ਸ਼ੁਰੂ ਹੁੰਦਾ ਹੈ, ਜਿਸ ਨਾਲ ਪੁਲਿਸ ਕਰਮਚਾਰੀ ਤਸਵੀਰਾਂ ਅਤੇ ਵੀਡੀਉ ਨਾਲ ਸੜਕ ਦੁਰਘਟਨਾ ਬਾਰੇ ਵੇਰਵੇ ਦਰਜ ਕਰਨ ਦੇ ਯੋਗ ਹੋਣਗੇ, ਜਿਸ ਨਾਲ ਘਟਨਾ ਸਬੰਧੀ ਇੱਕ ਵਿਲੱਖਣ ਆਈ.ਡੀ. ਬਣ ਜਾਵੇਗੀ। ਇਸ ਉਪਰੰਤ, ਲੋਕ ਨਿਰਮਾਣ ਵਿਭਾਗ ਜਾਂ ਸਥਾਨਕ ਸਰਕਾਰ ਵਿਭਾਗ ਦੇ ਇੰਜੀਨੀਅਰ ਨੂੰ ਉਸ ਦੇ ਮੋਬਾਈਲ ‘ਤੇ ਇੱਕ ਅਲਰਟ ਪ੍ਰਾਪਤ ਹੋਵੇਗਾ ਅਤੇ ਉਹ ਦੁਰਘਟਨਾ ਵਾਲੇ ਸਥਾਨ ਦਾ ਦੌਰਾ ਕਰੇਗਾ, ਦੁਰਘਟਨਾ ਦਾ ਨਿਰੀਖਣ ਕਰੇਗਾ ਅਤੇ ਲੋੜੀਂਦੇ ਵੇਰਵਿਆਂ ਜਿਵੇਂ ਸੜਕ ਦੀ ਬਣਤਰ ਆਦਿ ਨੂੰ ਐਪਲੀਕੇਸ਼ਨ ਵਿੱਚ ਦਰਜ ਕਰੇਗਾ। ਇਸ ਪਿੱਛੋਂ ਇਕੱਤਰ ਵੇਰਵਿਆਂ ਦਾ ਵਿਸ਼ਲੇਸ਼ਣ ਆਈ.ਆਈ.ਟੀ-ਮਦਰਾਸ ਦੀ ਟੀਮ ਵੱਲੋਂ ਕੀਤਾ ਜਾਵੇਗਾ, ਜੋ ਸੁਝਾਅ ਦੇਵੇਗੀ ਕਿ ਸੜਕ ਦੀ ਬਣਤਰ ਵਿੱਚ ਕਿਨ੍ਹਾਂ ਸੁਧਾਰਾਤਮਕ ਉਪਾਵਾਂ ਦੀ ਲੋੜ ਹੈ।ਆਈ.ਆਰ.ਏ.ਡੀ. ਨੂੰ ਨੈਸ਼ਨਲ ਡਿਜੀਟਲ ਵਹੀਕਲ ਰਜਿਸਟਰੀ “ਵਾਹਨ” ਅਤੇ ਡਰਾਈਵਰ ਡੇਟਾਬੇਸ “ਸਾਰਥੀ” ਨਾਲ ਜੋੜਨ ਦੇ ਨਾਲ-ਨਾਲ ਪੰਜਾਬ ਪੁਲਿਸ ਵੱਲੋਂ ਵਰਤੇ ਜਾਂਦੇ ਕ੍ਰਾਈਮ ਐਂਡ ਕ੍ਰਿਮੀਨਲ ਟਰੈਕਿੰਗ ਨੈਟਵਰਕ ਐਂਡ ਸਿਸਟਮ (ਸੀ.ਸੀ.ਟੀ.ਐਨ.ਐਸ.) ਨਾਲ ਜੋੜਿਆ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਦੇ ਪੁਲਿਸ, ਲੋਕ ਨਿਰਮਾਣ ਵਿਭਾਗ, ਸਿਹਤ ਅਤੇ ਟਰਾਂਸਪੋਰਟ ਵਿਭਾਗ ਦੇ ਸਾਰੇ ਨੋਡਲ ਅਧਿਕਾਰੀਆਂ ਨੇ ਇਸ ਪ੍ਰਾਜੈਕਟ ਨੂੰ ਚਲਾਉਣ ਲਈ ਸਿਖਲਾਈ ਮੁਕੰਮਲ ਕਰ ਲਈ ਹੈ। ਪੁਲਿਸ ਸਟੇਸ਼ਨ ਪੱਧਰ ਦੇ ਕੁੱਲ 310 ਜਾਂਚ ਅਧਿਕਾਰੀਆਂ ਨੇ ਪਹਿਲੇ ਪੜਾਅ ‘ਚ ਆਈ.ਆਰ.ਏ.ਡੀ. ਦੇ ਲਾਗੂਕਰਨ ਸਬੰਧੀ ਸਿਖਲਾਈ ਲਈ ਹੈ।ਆਈ.ਆਈ.ਟੀ. ਮਦਰਾਸ ਦੇ ਪ੍ਰੋਫੈਸਰ ਡਾ. ਵੈਂਕਟੇਸ਼ ਬਾਲਾਸੁਬਰਾਮਨੀਅਮ ਨੇ 30 ਮਾਰਚ, 2022 ਨੂੰ ਆਈ.ਆਰ.ਏ.ਡੀ. ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦਾ ਦੌਰਾ ਕੀਤਾ ਅਤੇ ਸੂਬੇ ਵਿੱਚ ਆਈ.ਆਰ.ਏ.ਡੀ. ਨੂੰ ਲਾਗੂ ਕਰਨ ਲਈ ਪੰਜਾਬ ਵੱਲੋਂ ਕੀਤੀ ਪ੍ਰਗਤੀ ਅਤੇ ਸੰਸਥਾਗਤ ਪ੍ਰਬੰਧਾਂ ‘ਤੇ ਆਪਣੀ ਸੰਤੁਸ਼ਟੀ ਜ਼ਾਹਰ ਕੀਤੀ। ਇੰਟੀਗ੍ਰੇਟਿਡ ਰੋਡ ਐਕਸੀਡੈਂਟ ਡੇਟਾਬੇਸ (ਆਈ.ਆਰ.ਏ.ਡੀ.) ਪ੍ਰਾਜੈਕਟ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਪਹਿਲਕਦਮੀ ਹੈ। ਇਸ ਦਾ ਉਦੇਸ਼ ਦੇਸ਼ ਵਿੱਚ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣਾ ਹੈ ਅਤੇ ਇਸ ਪ੍ਰਾਜੈਕਟ ਲਈ ਵਿਸ਼ਵ ਬੈਂਕ ਵੱਲੋਂ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਸਿਸਟਮ ਮੌਨੀਟਰਿੰਗ ਐਂਡ ਰਿਪੋਰਟਿੰਗ ਡੈਸ਼ਬੋਰਡ ਅਤੇ ਐਨਾਲਿਸਟਿਕ ਡੈਸ਼ਬੋਰਡ ਰਾਹੀਂ ਸੁਖਾਲੀ ਸਮਝ ਲਈ ਵਿਸ਼ਲੇਸ਼ਣਾਤਮਕ ਨਤੀਜੇ ਦੇਵੇਗਾ ਜਿਸ ਨਾਲ ਪ੍ਰਮੁੱਖ ਅਥਾਰਟੀਆਂ ਪੂਰਵ ਅਨੁਮਾਨ ਅਤੇ ਫੈਸਲੇ ਲੈਣ ਲਈ ਨਵੀਂਆਂ ਨੀਤੀਆਂ ਅਤੇ ਰਣਨੀਤੀਆਂ ਬਣ ਸਕਣਗੀਆਂ। ਪ੍ਰਾਜੈਕਟ ਦਾ ਨਤੀਜਾ ਬਿਹਤਰ ਸੜਕ ਸੁਰੱਖਿਆ, ਭਾਵ ਪੰਜਾਬ ਦੇ ਨਾਲ-ਨਾਲ ਭਾਰਤ ਵਿੱਚ ਵੀ “ਸਭਨਾਂ ਲਈ ਸੁਰੱਖਿਅਤ ਸੜਕ” ਹੋਵੇਗਾ।
ਪੰਜਾਬ ਪੁਲਿਸ ਆਪਣੇ ਜਵਾਨਾਂ ਨੂੰ ਉਨ੍ਹਾਂ ਦੇ ਜਨਮ ਦਿਨ `ਤੇ ਭੇਜੇਗੀ ਵਧਾਈ ਸੰਦੇਸ਼
ਇਸ ਕਦਮ ਦਾ ਉਦੇਸ਼ ਅਜਿਹੇ ਮੌਕਿਆਂ ਨੂੰ ਯਾਦਗਾਰੀ ਬਣਾਉਣਾ ਅਤੇ ਪੁਲਿਸ ਬਲਾਂ ਵਿੱਚ ਅਪਣੱਤ ਦੀ ਭਾਵਨਾ ਪੈਦਾ ਕਰਨਾ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿਸ਼ੇਸ਼ ਦਿਨ `ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵਿੱਚ ਆਪਸੀ ਸਾਂਝ ਦੀ ਭਾਵਨਾ ਸਹੀ ਮਾਅਨਿਆਂ ਵਿੱਚ ਪੈਦਾ ਕੀਤੀ ਜਾ ਸਕੇ।ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ. ਭਾਵੜਾ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ `ਤੇ ਹਸਤਾਖਰ ਕੀਤੇ ਇੱਕ ਗ੍ਰੀਟਿੰਗ ਕਾਰਡ `ਤੇ ਲਿਖਿਆ ਹੈ, “ਅੱਜ ਤੁਹਾਡੇ ਜਨਮ ਦਿਨ `ਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓਗੇ।ਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਮਿਹਨਤ ਅਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਸਨ।ਸ੍ਰੀ ਭਾਵੜਾ ਨੇ ਉਮੀਦ ਜਤਾਈ ਕਿ ਇਹ ਨਵੀਂ ਪਹਿਲਕਦਮੀ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ ਸਨਮਾਨ ਦੀ ਭਾਵਨਾ ਦੇਵੇਗੀ ਅਤੇ ਉਹਨਾਂ ਦੇ ਮਨੋਬਲ ਨੂੰ ਵਧਾਏਗੀ।ਜ਼ਿਕਰਯੋਗ ਹੈ ਕਿ ਇਹ ਵਧਾਈ ਕਾਰਡ ਸੂਬੇ ਦੀ 80,000 ਤੋਂ ਵੱਧ ਪੁਲਿਸ ਫੋਰਸ ਦੇ ਹਰੇਕ ਜਵਾਨ ਨੂੰ ਭੇਜੇ ਜਾਣਗੇ।





