ਸ਼ਹਿਰ ਦੇ ਕਰਵਾਏ ਚਹੁੰ ਮੁਖੀ ਵਿਕਾਸ ਦੇ ਨਾਂ ’ਤੇ ਮੰਗਾਂਗੇ ਵੋਟ :ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 8 ਦਸੰਬਰ: ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਕਰਦੇ ਹੋਏ ਅੱਜ ਯੂਥ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਰਕਰਾਂ ਦੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਲੋਕ ਵਿਰੋਧੀ ਨੀਤੀਆਂ, ਗੁੰਡਾਰਾਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਕਾਰ ਬਣਨ ’ਤੇ ਲੋਕ ਹਿੱਤ ਵਿੱਚ ਉਲੀਕੇ 13 ਨੁਕਾਤੀ ਪ੍ਰੋਗਰਾਮਾਂ ਪ੍ਰਤੀ ਸ਼ਹਿਰ ਵਾਸੀਆਂ ,ਵਪਾਰੀਆਂ ਤੇ ਦੁਕਾਨਦਾਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਇਨਾਂ ਚੋਣਾਂ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ 10 ਸਾਲ ਲੋਕਾਂ ਦੀ ਕੀਤੀ ਸੇਵਾ ਅਤੇ ਸ਼ਹਿਰ ਦੇ ਕਰਵਾਏ ਚਹੁੰਮੁਖੀ ਵਿਕਾਸ ਦੇ ਨਾਮ ’ਤੇ ਵੋਟਾਂ ਦੀ ਮੰਗ ਕਰਾਂਗੇ। ਉਨਾਂ ਕਿਹਾ ਕਿ ਸ਼ਹਿਰ ਵਿੱਚ ਏਮਜ ਹਸਪਤਾਲ ,ਸੈਂਟਰਲ ਯੂਨੀਵਰਸਿਟੀ, ਹੋਟਲ ਮੈਨੇਜਮੈਂਟ ਇੰਸਟੀਚਿਊਟ , ਸਪੋਰਟਸ ਸਕੂਲ, ਆਦਰਸ਼ ਸਕੂਲ ਸਮੇਤ ਬਠਿੰਡਾ, ਚੰਡੀਗਡ ,ਫਿਰੋਜਪੁਰ ਸਮੇਤ ਸੜਕਾਂ ਨੂੰ ਫੋਰਲਾਈਨ ਦੇ ਨਾਲ ਕਰਵਾਏ ਇਤਿਹਾਸਕ ਵਿਕਾਸ ਕਾਰਜਾਂ ਕਰਕੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ ।ਇਸ ਮੌਕੇ ਸਾਬਕਾ ਵਿਧਾਇਕ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਵਿਖੇ 14 ਦਸੰਬਰ ਨੂੰ ਹੋ ਰਹੀ ਰੈਲੀ ਲਈ ਵੀ ਡਿਊਟੀਆਂ ਲਾਈਆਂ । ਇਸ ਮੌਕੇ ਵਰਕਰਾਂ ਨੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਨੂੰ ਵਿਸ਼ਵਾਸ ਦਿਵਾਇਆ ਕਿ ਨੌਜਵਾਨ ਵਰਗ ਇਨਾਂ ਚੋਣਾਂ ਵਿੱਚ ਅਹਿਮ ਰੋਲ ਅਦਾ ਕਰੇਗਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਅਮਰਜੀਤ ਵਿਰਦੀ, ਰਾਕੇਸ ਸਿੰਗਲਾ, ਯੂਥ ਅਕਾਲੀ ਦਲ ਪ੍ਰਧਾਨ ਹਰਪਾਲ ਢਿੱਲੋਂ, ਯੂਥ ਕੋਆਰਡੀਨੇਟਰ ਦੀਨਵ ਸਿੰਗਲਾ, ਕੌਮੀ ਜਨਰਲ ਸਕੱਤਰ ਹਰਜੀ ਸਿਵਿਆਂ, ਰੁਸਤਮ ਦੱਤਾ, ਵਿਕੀ ਨਰੂਲਾ, ਗੋਰਾ ਦਿਊਨ, ਬਸਪਾ ਦੇ ਸੁਰੇਸ ਰਾਹੀ, ਨਵਨੀਤ ਕਟਾਰੀਆ, ਵਿਪਨ ਜਿੰਦਲ ਅਤੇ ਦੋਨੋਂ ਪਾਰਟੀਆਂ ਦੇ ਸਮੂਹ ਅਹੁਦੇਦਾਰ ਸਾਹਿਬਾਨ ਸਮੇਤ ਵਰਕਰ ਵੱਡੀ ਗਿਣਤੀ ਵਿਚ ਹਾਜਰ ਸਨ ।
2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਬਕਾ ਵਿਧਾਇਕ ਨੇ ਕੀਤੀ ਯੂਥ ਵਰਕਰਾਂ ਨਾਲ ਮੀਟਿੰਗ
ਸੀ.ਈ.ਉ. ਡਾ. ਰਾਜੂ ਵਲੋਂ ਸੂਬੇ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਰਿਟਰਨਿੰਗ ਅਫ਼ਸਰ : ਡਾ.ਐਸ.ਕਰੁਣਾ ਰਾਜੂ
ਸੁਖਜਿੰਦਰ ਮਾਨ
ਚੰਡੀਗੜ੍ਹ, 8 ਦਸੰਬਰ: ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਸੂਬੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਆਨਲਾਈਨ ਮੀਟਿੰਗ ਕੀਤੀ ਗਈ।ਰਿਟਰਨਿੰਗ ਅਫ਼ਸਰ ਤੋਂ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਨਾਉਣ।ਉਨ੍ਹਾਂ ਸਾਰੇ ਪੋਲਿੰਗ ਸਟੇਸ਼ਨਾਂ ਅਤੇ ਬੂਥਾਂ ਦੇ ਨਾਮ ਅਾਦਿ ਸਪਸ਼ਟ ਪੜ੍ਹ ਹੁੰਦੇ ਹੋਣ, ਪਖਾਨਿਆਂ ਦੀ ਸਾਫ਼ ਸਫ਼ਾਈ,ਪੀਣ ਵਾਲੇ ਪਾਣੀ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕਰਨ ਲਈ ਕਿਹਾ।ਸੀ.ਈ.ਉ. ਡਾ. ਰਾਜੂ ਨੇ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਸਾਰੀਆਂ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਦਾ ਹੁਕਮ ਦਿੰਦਿਆਂ ਕਿਹਾ ਕਿ ਜਿਨ੍ਹਾਂ ਬੂਥਾਂ ਵਿਚ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਸੀ ਉਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾਣ।ਉਨ੍ਹਾਂ ਹਦਾਇਤ ਕੀਤੀ ਕਿ ਚੋਣਾਂ ਸਬੰਧੀ ਕਾਰਜਾਂ ਵਿਚ ਡਿਊਟੀ ਤੇ ਲਗਾਏ ਜਾ ਰਹੇ ਅਮਲੇ ਦਾ ਕੋਵਿਡ ਸਬੰਧੀ ਟੀਕਾਕਰਨ ਯਕੀਨੀ ਬਨਾਉਣ ਦੇ ਨਾਲ ਨਾਲ ਕੋਵਿਡ ਦੇ ਕਿਸੇ ਵੀ ਸੰਭਾਵੀ ਖ਼ਤਰੇ ਨੂੰ ਨਜਿੱਠਣ ਲਈ ਵੀ ਤਿਆਰੀ ਰੱਖੀ ਜਾਵੇ।ਡਾ. ਰਾਜੂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਅਮਲ ਵਿਚ ਸ਼ਾਮਿਲ ਸਟਾਫ਼ ਨੂੰ ਦਿੱਤੀ ਜਾਣ ਵਾਲੀ ਟ੍ਰੇਨਿੰਗ ਵਿਚ ਖੁਦ ਸ਼ਾਮਲ ਹੋਣ ਅਤੇ ਨਾਲ ਹੀ ਲੋਕਾਂ ਨੂੰ ਬਿਨਾਂ ਕਿਸੇ ਲਾਲਚ,ਡਰ ਅਤੇ ਭੈਅ ਦੇ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ।ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਅਮਨਦੀਪ ਕੌਰ ਆਈ.ਏ.ਐਸ. ਵੀ ਹਾਜ਼ਰ ਸਨ।
ਗਿਲਜੀਆਂ ਵਲੋਂ ਸ਼ਡਿਊਲਡ ਕਿਰਤੀਆਂ ਦੀ ਮੰਗਾਂ ਦੇ ਨਿਪਟਾਰੇ ਲਈ ਕਮੇਟੀ ਵਿੱਚ ਤਿੰਨ ਨਵੇਂ ਮੈਂਬਰ ਸ਼ਾਮਲ
ਕਿਰਤੀਆਂ ਦੀ ਘੱਟੋ ਘੱਟ ਉਜ਼ਰਤਾਂ ਨੀਯਤ ਕਰਨ ਲਈ “ਪੰਜਾਬ ਮਿਨੀਮਮ ਵੇਜ਼ਿਜ਼ ਐਡਵਾਇਜ਼ਰੀ ਬੋਰਡ” ਦੀ ਕੀਤੀ ਗਈ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 8 ਦਸੰਬਰ: ਕਿਰਤ ਮੰਤਰੀ ਪੰਜਾਬ ਸ. ਸੰਗਤ ਸਿੰਘ ਗਿਲਜੀਆਂ ਨੇ ਸ਼ਡਿਊਲਡ ਕਿਰਤੀਆਂ ਦੀ ਮੰਗਾਂ ਦੇ ਨਿਪਟਾਰੇ ਲਈ ਕਮੇਟੀ ਵਿੱਚ ਤਿੰਨ ਨਵੇਂ ਮੈਂਬਰ ਸ਼ਾਮਲ ਕੀਤੇ ਹਨ। ਪੰਜਾਬ ਮਿਨੀਮਮ ਵੇਜ਼ਿਜ਼ ਐਡਵਾਇਜ਼ਰੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬੋਰਡ ਦੇ ਚੇਅਰਮੈਨ ਅਤੇ ਕਿਰਤ ਮੰਤਰੀ ਸ. ਸੰਗਤ ਸਿੰਘ ਗਿਲਜੀਆ ਨੇ ਕਿਹਾ ਕਿ ਬੋਰਡ ਅਧਿਕਾਰੀ ਇਹ ਯਕੀਨੀ ਬਣਾਉਣ ਕੀ ਤੈਅ ਸਮੇਂ ਤੇ ਬੋਰਡ ਦੀਆਂ ਮੀਟਿੰਗ ਜ਼ਰੂਰ ਹੋਣ ਤਾਂ ਜ਼ੋ ਸ਼ਡਿਊਲਡ ਖੇਤਰਾਂ ਵਿਚ ਕੰਮ ਕਰਦੇ ਕਿਰਤੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।ਸ. ਗਿਲਜੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਬੋਰਡ ਦੀਆਂ ਹੋਰ ਮੀਟਿੰਗਾਂ ਆਉਂਣ ਵਾਲੇ ਸਮੇਂ ਵਿੱਚ ਸਮੇਂ ਸਿਰ ਕੀਤੀਆ ਜਾਣ ਤਾਂ ਜੋ ਫੈਕਟਰੀਆਂ ਵਿੱਚ ਕੰਮ ਕਰਦੇ ਉਦਯੋਗਿਕ ਕਿਰਤੀਆਂ, ਭੱਠੇ, ਸੈਲਰ, ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿੱਚ ਲੱਗੇ ਕਰਮਚਾਰੀਆਂ, ਖੇਤੀਬਾੜੀ ਵਿਚ ਲੱਗੇ ਕਿਰਤੀਆਂ ਆਦਿ ਤੋਂ ਪ੍ਰਾਪਤ ਵੇਜ਼ਿਜ਼ ਸਬੰਧੀ ਮੰਗਾਂ ਅਤੇ ਸਿਫਾਰਸ਼ਾਂ ਤੇ ਵਿਚਾਰ- ਵਟਾਂਦਰਾ ਕੀਤਾ ਜਾ ਸਕੇ ਅਤੇ ਘੱਟੋਂ ਘੱਟ ਉਜ਼ਰਤਾਂ ਕਾਨੂੰਨ ਅਨੁਸਾਰ ਸੋਧੀਆਂ ਜਾ ਸਕਣ ।ਕਿਰਤ ਵਿਭਾਗ ਦੀ ਪਹਿਲਾਂ ਤੋਂ ਗਠਿਤ ਕਮੇਟੀ ਵਿੱਚ ਆਰਥਿਕ ਸਲਾਹਕਾਰ ਜਾ ਉਸਦਾ ਪ੍ਰਤੀਨਿਧ, ਨਿੱਜੀ ਅਦਾਰਿਆਂ ਦੇ ਮਾਲਕਾਂ ਅਤੇ ਕਿਰਤੀ ਸੰਗਠਨਾਂ ਤੋਂ ਇਕ ਇਕ ਮੈਂਬਰ ਲੲੇ ਗੲੇ ਹਨ।ਇਸ ਮੀਟਿੰਗ ਵਿੱਚ ਕਿਰਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵਿਭਾਗ ਅਤੇ ਗੈਰ-ਸਰਕਾਰੀ ਅਦਾਰਿਆਂ ਦੇ ਨੁੰਮਾਇਦਿਆਂ ਨਾਲ ਸਰਕਾਰ ਵਲੋਂ ਨਿਰਧਾਰਤ ਘੱਟੋਂ-ਘੱਟ ਉਜ਼ਰਤਾਂ ਸਬੰਧੀ ਸਮੀਖਿਆ ਕੀਤੀ ਗਈ। ਇੱਥੇ ਇਹ ਦੱਸਣਯੋਗ ਹੈ ਕਿ ਮਿਨੀਮਮ ਵੇਜ਼ਿਜ਼ ਐਕਟ,1948 ਦੀ ਧਾਰਾ-3(1) (b) ਅਨੁਸਾਰ ਸਮਰੱਥ ਸਰਕਾਰ ਵੱਖ-ਵੱਖ ਸ਼ਡਿਊਲ ਇੰਪਲਾਇਮੈੰਟਨ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਘੱਟੋਂ ਘੱਟ ਉਜ਼ਰਤਾ ਨਿਰਧਾਰਤ ਕਰਨ ਲਈ ਅਧਿਕਾਰਤ ਹੈ।
ਪੰਜਾਬ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਜਲਦ ਹੀ ਬਣਾਈ ਜਾਵੇਗੀ ਐਸ.ਓ.ਪੀ
*ਉਪ ਮੁੱਖ ਮੰਤਰੀ ਰੰਧਾਵਾ ਅਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਸੂਬੇ ’ਚ ਫਰਜ਼ੀ ਵਿਆਹਾਂ ਦੇ ਮੁੱਦੇ ਅਤੇ ਬਾਇਓਮੈਟ੍ਰਿਕ ਮੁਲਾਕਾਤ ਵਿੱਚ ਚੱਲ ਰਹੀ ਧਾਂਦਲੀ ਨਾਲ ਨਜਿੱਠਣ ਲਈ ਉੱਚ ਪੱਧਰੀ ਮੀਟਿੰਗ *
ਸੁਖਜਿੰਦਰ ਮਾਨ
ਚੰਡੀਗੜ੍ਹ, 8 ਦਸੰਬਰ: ਪੰਜਾਬ ਸਰਕਾਰ ਜਲਦ ਹੀ ਸੂਬੇ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਕੇਂਦਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਵਿਦੇਸ਼ਾਂ ਦੇ ਇਮੀਗ੍ਰੇਸ਼ਨ ਵਿਭਾਗਾਂ ਦੇ ਸਹਿਯੋਗ ਨਾਲ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀਜ) ਦਾ ਖਰੜਾ ਤਿਆਰ ਕਰੇਗੀ।ਇਸ ਸਬੰਧ ਵਿੱਚ ਫੈਸਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਇਹ ਮੀਟਿੰਗ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਗ੍ਰਹਿ ਮਾਮਲੇ ਵਿਭਾਗ, ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉੱਪ ਮੁੱਖ ਮੰਤਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਨੇ ਪੰਜਾਬ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਨੂੰ ਨੇਮਬੱਧ ਕਰਨ, ਫਰਜ਼ੀ ਵਿਆਹਾਂ ਨੂੰ ਰੋਕਣ ਅਤੇ ਬਾਇਓਮੈਟ੍ਰਿਕ ਲਈ ਅਗਾਊਂ ਸਮਾਂ (ਅਪੁਆਇੰਟਮੈਂਟ) ਲੈਣ ਵਿੱਚ ਚੱਲ ਰਹੀ ਧਾਂਦਲੀ ਵਰਗੇ ਮੁੱਦਿਆਂ ਨੂੰ ਠੱਲ ਪਾਉਣ ਲਈ ਐਸ.ਓ.ਪੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਆਈਲੈਟਸ ਟੈਸਟ ਕਰਵਾਉਣ ਲਈ ਅੰਤਰਰਾਸ਼ਟਰੀ ਸੰਸਥਾ ਆਈਡੀਪੀ ਐਜੂਕੇਸ਼ਨ ਲਿਮਟਡ ਨਾਲ ਤਾਲਮੇਲ ਕਰਕੇ ਇੱਕ ਨਿਰੋਲ ਨੀਤੀ ਵੀ ਤਿਆਰ ਕੀਤੀ ਜਾਵੇਗੀ। ਉੱਪ ਮੁੱਖ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਵਿਦੇਸ਼ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਇੱਕ ਸੁਚਾਰੂ ਕਾਨੂੰਨੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਰਾਹੀਂ ਉਹ ਧੋਖੇ ਨਾਲ ਪੈਸੇ ਠੱਗਣ ਵਾਲੇ ਇੰਮੀਗ੍ਰੇਸ਼ਨ ਸਲਾਹਕਾਰਾਂ ਦੇ ਸ਼ਿਕਾਰ ਹੋਣ ਤੋਂ ਬਚ ਸਕਣ ਅਤੇ ਉਨ੍ਹਾਂ ਨੂੰ ਵਿਦੇਸ਼ ਜਾਣ ਲਈ ਕੋਈ ਗੈਰ-ਕਾਨੂੰਨੀ ਰਾਹ ਅਖ਼ਤਿਆਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਟਰੈਵਲ ਏਜੰਟਾਂ ਹੱਥੋਂ ਹੋ ਰਹੀ ਲੁੱਟ ਨੂੰ ਰੋਕਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ । ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਸੰਸਥਾ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਵਿਭਾਗ ਦੀ ਨਿਗਰਾਨੀ ਵਿੱਚ ਟੈਕਨੀਕਲ ਯੂਨੀਵਰਸਿਟੀਆਂ ਵਿੱਚ ਆਈਲੈਟਸ ਸਿਖਲਾਈ ਅਤੇ ਟੈਸਟਿੰਗ ਕੇਂਦਰ ਸਥਾਪਤ ਕਰਨ ਵਿੱਚ ਸਹਾਇਤਾ ਕਰੇਗੀ ਤਾਂ ਜੋ ਪ੍ਰਾਈਵੇਟ ਆਈਲੈਟਸ ਕੇਂਦਰਾਂ ਨੂੰ ਨਿਯਮਤ ਕੀਤਾ ਜਾ ਸਕੇ।
ਇਸ ਮੌਕੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਐਮ.ਕੇ. ਅਰਵਿੰਦ ਕੁਮਾਰ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਆਈ.ਜੀ ਕ੍ਰਾਈਮ ਗੌਤਮ ਚੀਮਾ, ਸਲਾਹਕਾਰ ਡਾ. ਸੰਦੀਪ ਸਿੰਘ ਕੌੜਾ ਅਤੇ ਹੋਰ ਵੀ ਹਾਜ਼ਰ ਸਨ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 346ਵੇਂ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
ਭਾਈ ਜੈਤਾ ਜੀ ਦੇ ‘ਜਨਮ ਦਿਵਸ’ ‘ਤੇ ਹਰ ਸਾਲ ਗਜ਼ਟਿਡ ਛੁੱਟੀ ਦਾ ਐਲਾਨ
ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਦਾ ਪਾਲਣ ਕਰਨ ਲਈ ਸਦਭਾਵਨਾਪੂਰਨ ਸਮਾਜ ਦੀ ਸਿਰਜਣਾ ਦਾ ਸੱਦਾ
ਸੁਖਜਿੰਦਰ ਮਾਨ
ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਤਮਸਤਕ ਹੋਣ ਉਪਰੰਤ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਜੀ ਦੀ ਧਾਰਮਿਕ ਸਹਿਣਸ਼ੀਲਤਾ, ਧਰਮ ਨਿਰਪੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਮਹਾਨ ਵਿਰਾਸਤ ਹੈ ਜੋ ਬਰਾਬਰੀ ਵਾਲੇ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿਣ ਲਈ ਸਦਾ ਲਈ ਮਨੁੱਖਤਾ ਦਾ ਮਾਰਗਦਰਸ਼ਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮਾਰਗ ਤੇ ਚੱਲਣ ਦਾ ਆਤਮ ਪੜਚੋਲ ਕਰਨ ਦਾ ਹੈ ਤਾਂ ਕਿ ਵਿਸ਼ਵ-ਵਿਆਪੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ਼ ਦਾ ਪਾਸਾਰ ਦੁਨੀਆ ਦੇ ਕੋਨੇ-ਕੋਨੇ ‘ਚ ਪਹੁੰਚਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਦਕਰ, ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਇਲਾਵਾ ਸੰਵਿਧਾਨ ਸਭਾ ਦੇ ਮੈਂਬਰਾਂ ਨੇ ਗੁਰੂ ਸਾਹਿਬ ਜੀ ਦੀ ਲਾਮਿਸਾਲ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਧਰਮ ਨਿਰਪੱਖਤਾ ਦੇ ਸਿਧਾਂਤਾਂ ‘ਤੇ ਸੰਵਿਧਾਨ ਦੀ ਨੀਂਹ ਰੱਖੀ ਜਿਨ੍ਹਾਂ ਨੇ ਦੂਜੇ ਧਰਮਾਂ ਦੇ ਲੋਕਾਂ ਖਾਸ ਕਰਕੇ ਹਿੰਦੂਆਂ ਨੂੰ ਬਿਨਾਂ ਕਿਸੇ ਅਧੀਨਗੀ ਅਤੇ ਜ਼ਬਰ ਦੇ ਸਾਰੇ ਧਰਮਾਂ ਖਾਸ ਤੌਰ ‘ਤੇ ਹਿੰਦੂਆਂ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੇ ਯੋਗ ਬਣਾਉਣ ਲਈ ਆਪਣਾ ਜੀਵਨ ਨਿਛਾਵਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਦੇ ਮੁਗਲ ਸ਼ਾਸਨ ਵੱਲੋਂ ਇਸਲਾਮ ਵਿਚ ਪਰਿਵਰਤਨ ਕਰਵਾਉਣ ਲਈ ਹਿੰਦੂਆਂ ਨੂੰ ਦਮਨ ਦਾ ਸ਼ਿਕਾਰ ਬਣਾਇਆ ਗਿਆ ਸੀ। ਹਿੰਦੂ ਧਰਮ ਦੀ ਰਾਖੀ ਲਈ ਗੁਰੂ ਜੀ ਦੀ ਅਦੁੱਤੀ ਕੁਰਬਾਨੀ ਨੂੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸ਼ਰਧਾਲੂ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਈ ਜੈਤਾ ਜੀ ਦੇ ਸ਼ਰਧਾਲੂ ਸਿੱਖ ਵਜੋਂ ਪਾਏ ਗਏ ਮਹਾਨ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਭਾਈ ਜੈਤਾ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਅਨਿੰਨ ਸੇਵਕ ਸਨ, ਜਿਨ੍ਹਾਂ ਨੇ ਤਤਕਾਲੀ ਮੁਗਲ ਸਾਮਰਾਜ ਦੇ ਜ਼ੁਲਮਾਂ ਦੇ ਬਾਵਜੂਦ ਸਾਰੀਆਂ ਔਖਿਆਈਆਂ ਦਾ ਸਾਹਮਣਾ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਕ, ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਸੀ। ਬਾਅਦ ਵਿੱਚ ਭਾਈ ਜੀਵਨ ਸਿੰਘ ਜੀ ਨੇ ਵੀ ਮੁਗਲਾਂ ਨਾਲ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਭਾਈ ਜੈਤਾ ਜੀ ਦੇ ਆਤਮ-ਬਲੀਦਾਨ ਅਤੇ ਸਮਰਪਣ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਮਹਾਨ ਸਿੱਖ ਸ਼ਹੀਦ ਭਾਈ ਜੈਤਾ ਜੀ ਦੇ ਜਨਮ ਦਿਵਸ ‘ਤੇ ਹਰੇਕ ਸਾਲ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ।ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਚਾਰ ਪ੍ਰੋਜੈਕਟਾਂ ਦਾ ਡਿਜੀਟਲ ਤੌਰ ‘ਤੇ ਨੀਂਹ ਪੱਥਰ ਰੱਖਿਆ ਜਿਨ੍ਹਾਂ ਵਿੱਚ 1.5 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ ਬਹਾਦਰ ਅਜਾਇਬ ਘਰ ਦੇ ਆਧੁਨਿਕੀਕਰਨ ਅਤੇ ਅਪਗ੍ਰੇਡ ਕਰਨ, 10 ਕਰੋੜ ਰੁਪਏ ਦੀ ਲਾਗਤ ਨਾਲ 62 ਏਕੜ ਦੇ ਰਕਬੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਨੇਚਰ ਪਾਰਕ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਇਸ ਪਾਰਕ ਵਿੱਚ ਓਹ ਰੁੱਖ ਲਾਏ ਜਾਣਗੇ ਜਿਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਵਿੱਚ ਜ਼ਿਕਰ ਮਿਲਦਾ ਹੈ, 4.16 ਕਰੋੜ ਰੁਪਏ ਦੀ ਲਾਗਤ ਨਾਲ ਇਕ ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪ੍ਰੋਜੈਕਟ ਅਤੇ 2.63 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੇ ਦੂਜੇ ਪੜਾਅ ਦਾ ਪ੍ਰੋਜੈਕਟ ਸ਼ਾਮਲ ਹੈ।ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਜੋ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਵੀ ਕਰਦੇ ਹਨ, ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਥਾਨਕ ਪੱਧਰ ਉੱਤੇ ਸਮਾਜਿਕ ਸਮਾਗਮ ਕਰਨ ਲਈ ਸਥਾਨਕ ਨਿਵਾਸੀਆਂ ਦੀ ਸਹੂਲਤ ਵਾਸਤੇ ਕਮਿਊਨਿਟੀ ਸੈਂਟਰ ਲਈ 5 ਕਰੋੜ ਰੁਪਏ ਅਤੇ ਨਗਰ ਕੌਂਸਲ ਦੇ ਅੰਦਰ ਫਾਇਰ ਬ੍ਰਿਗੇਡ ਸਟੇਸ਼ਨ ਸਥਾਪਿਤ ਕਰਨ ਦਾ ਐਲਾਨ ਕੀਤਾ। ਕਮਿਊਨਿਟੀ ਸੈਂਟਰਾਂ ਦੀ ਮਹੱਤਤਾ ਨੂੰ ਸਮਝਦੇ ਹੋਏ ਮੁੱਖ ਮੰਤਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਭਰ ਦੇ ਹਰੇਕ ਬਲਾਕ ਵਿੱਚ ਅਜਿਹੇ ਕੇਂਦਰ ਵੀ ਖੋਲ੍ਹੇ ਜਾਣਗੇ ਤਾਂ ਜੋ ਲੋਕ ਸਮਾਜਿਕ ਇਕੱਠ ਕਰਨ ਦੇ ਯੋਗ ਹੋ ਸਕਣ।ਇਸ ਇਲਾਕੇ ਵਿੱਚ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਸਵਾਂ ਨਦੀ ਉੱਤੇ ਪੁਲ ਦੇ ਨਿਰਮਾਣ ਲਈ ਤੁਰੰਤ ਵਿੱਤੀ ਅਤੇ ਪ੍ਰਸ਼ਾਸਨਿਕ ਪ੍ਰਵਾਨਗੀ ਦੇਣ ਲਈਉਹ ਪਹਿਲਾਂ ਹੀ ਵਿੱਤ ਮੰਤਰੀ ਨੂੰ ਕਹਿ ਚੁੱਕੇ ਹਨ। ਇਸ ਨਾਲ ਨੰਗਲ-ਸ੍ਰੀ ਆਨੰਦਪੁਰ ਸਾਹਿਬ ਖੇਤਰ ਨੂੰ ਦੁਆਬੇ ਨਾਲ ਜੋੜਿਆ ਜਾਵੇਗਾ ਜਿਸ ਨਾਲ ਦੋਵਾਂ ਖੇਤਰਾਂ ਵਿਚਲੀ ਦੂਰੀ ਘਟੇਗੀ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਸ਼ਹੀਦ ਕਿਸਾਨ ਸਮਾਰਕ ਦਾ ਉਦਘਾਟਨ, ਜਿੱਥੇ ਪੱਥਰਾਂ ‘ਤੇ ਛਪੇ ਹਨ ਦਿੱਲੀ ਮੋਰਚੇ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਨਾਮ
ਸੁਖਜਿੰਦਰ ਮਾਨ
ਸੰਗਰੂਰ, 8 ਦਸੰਬਰ: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਜੀ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਸ਼ਹੀਦ ਕਿਸਾਨ ਸਮਾਰਕ ‘ਯਾਦਗਾਰ-ਏ-ਸ਼ਹੀਦਾਂ’ ਦਾ ਉਦਘਾਟਨ ਕੀਤਾ। ਇਸ ਸਮਾਰਕ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਮ ਲਿਖੇ ਗਏ ਹਨ। ਸ਼੍ਰੀ ਸਿੰਗਲਾ ਨੇ ਗੁਰੂ ਜੀ ਦੀ ਮਹਾਨ ਦੇਣ ਨੂੰ ਯਾਦ ਕਰਦਿਆਂ ਕਿਹਾ ਕਿ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰਾਖੀ ਲਈ ਆਪਣੀ ਮਹਾਨ ਕੁਰਬਾਨੀ ਦਿੱਤੀ ਅਤੇ ਉਨ੍ਹਾਂ ਦੁਆਰਾ ਦਿਖਾਏ ਹੱਕ ਤੇ ਸੱਚ ਦੇ ਮਾਰਗ ’ਤੇ ਚਲਦਿਆਂ ਸਾਡੇ ਕਿਸਾਨ ਤੇ ਮਜ਼ਦੂਰ ਭਰਾਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਇਕਜੁਟਤਾ ਨਾਲ ਟੱਕਰ ਲਈ ਅਤੇ ਜਾਨ ਦੀਆਂ ਕੁਰਬਾਨੀਆਂ ਦੇਣ ਵਿੱਚ ਵੀ ਪਿਛਾਂਹ ਨਾ ਹਟਣ ਦਾ ਜੇਰਾ ਦਿਖਾ ਕੇ ਇਤਿਹਾਸ ਬਣਾ ਦਿੱਤਾ ਹੈ।
ਸਮਾਰਕ ਦਾ ਉਦਘਾਟਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਕਿਸਾਨ ਅੰਦੋਲਨ ਵਿਚ ਪੰਜਾਬ ਦੇ ਸਾਰੇ ਤਬਕਿਆਂ ਨੇ ਵੱਧ ਚੜ੍ਹ ਕੇ ਹਿੱਸਾ ਪਾਇਆ ਹੈ ਭਾਵੇਂ ਉਹ ਕਿਸਾਨ ਸਨ ਜਾਂ ਮਜ਼ਦੂਰ ਜਾਂ ਫੇਰ ਕੋਈ ਦੁਕਾਨਦਾਰ । ਉਨ੍ਹਾਂ ਕਿਹਾ ਕਿ ਇਹ ਅੰਦੋਲਨ ਪੰਜਾਬੀਅਤ ਦੀ ਸੱਚੀ ਨੁਮਾਇੰਦਗੀ ਕਰਦਾ ਹੈ ਜਿੱਥੇ ਲੋਕ ਕਿਸੇ ਮੁੱਕਦੱਸ ਮਕਸਦ ਲਈ ਸਿਰ ਜੋੜ ਕੇ ਲੜੇ ।ਸ੍ਰੀ ਸਿੰਗਲਾ ਨੇ ਸਾਫ ਸ਼ਬਦਾਂ ਵਿੱਚ ਕਿਹਾ ਕਿ ਉਹ ਪਹਿਲਾਂ ਪੰਜਾਬੀ ਹਨ ਅਤੇ ਉਹਨਾਂ ਨੂੰ ਇਸ ਗੱਲ ‘ਤੇ ਮਾਣ ਹੈ ਕਿ ਪੰਜਾਬੀਆਂ ਨੇ ਪੂਰੇ ਮੁਲਕ ਦੀ ਅਗਵਾਈ ਕੀਤੀ ਅਤੇ ਭਾਰਤ ਦੇ ਸਭ ਕਿਸਾਨ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਵੱਲੋਂ ਥੋਪੇ ਜਾ ਰਹੇ ਕਾਲੇ ਕਨੂੰਨਾਂ ਖਿਲਾਫ ਲਾਮਬੰਦ ਕੀਤਾ।ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬੀਆਂ ਨੇ ਡੱਟ ਕੇ ਇਹ ਲੜਾਈ ਲੜੀ ਅਤੇ ਇੱਕ ਜਾਬਰ ਕੇਂਦਰ ਸਰਕਾਰ ਨੂੰ ਆਪਣੇ ਕਦਮ ਪਿੱਛੇ ਖਿੱਚਣ ਲਈ ਮਜਬੂਰ ਕੀਤਾ ।ਲੋਕ ਨਿਰਮਾਣ ਮੰਤਰੀ ਨੇ ਇਹ ਵੀ ਕਿਹਾ ਇਸ ਇਤਿਹਾਸਕ ਅੰਦੋਲਨ ਵਿਚ 700 ਤੋਂ ਵੱਧ ਸ਼ਹੀਦ ਹੋਏ ਹਨ ਅਤੇ ਸਾਡੇ ਪੰਜਾਬ ਚ ਸ਼ਹਾਦਤਾਂ ਨੂੰ ਮਨਾਉਣ ਦਾ ਦਸਤੂਰ ਹੈ ।
ਉਹਨਾਂ ਨੇ ਕਿਹਾ ਕਿ ਪੰਜਾਬੀ ਹੋਣ ਦੇ ਨਾਂ ‘ਤੇ ਉਹਨਾਂ ਦਾ ਪਹਿਲਾ ਨੈਤਿਕ ਫਰਜ਼ ਬਣਦਾ ਹੈ ਕਿ ਉਹ ਸ਼ਹੀਦ ਹੋਈਆਂ ਰੂਹਾਂ ਦੀ ਕਦਰ ਕਰਨ ਅਤੇ ਉਹਨਾਂ ਦੇ ਪਰਿਵਾਰਾਂ ਦਾ ਖਿਆਲ ਰੱਖਣ । ਉਹਨਾਂ ਨੇ ਕਿਹਾ ਕਿ ਸੰਗਰੂਰ ਜ਼ਿਲੇ ਦੇ ਸਾਰੇ ਸ਼ਹੀਦਾਂ ਦੇ ਨਾਮ ਇਸ ਸਮਾਰਕ ਵਿਚ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਮਿਲੇ ।ਸਿੰਗਲਾ ਨੇ ਫਿਰਕਾਪਰਸਤ ਆਰਐਸਐਸ ਨੂੰ ਪੰਜਾਬ ਦੀ ਦੁਸ਼ਮਣ ਜਮਾਤ ਗਾਰਦਾਣਦਿਆਂ ਕਿਹਾ ਕਿ ਇਹ ਲੋਕ ਸਮਾਜ ਵਿਚ ਧਰਮ ਅਤੇ ਜਾਤ ਦੇ ਨਾਮ ‘ਤੇ ਵੰਡੀਆਂ ਪਾਉਂਦੇ ਹਨ ਅਤੇ ਇੱਕ ਇਨਸਾਨ ਨੂੰ ਦੂਜੇ ਇਨਸਾਨ ਦਾ ਦੁਸ਼ਮਣ ਬਣਾਉਂਦੇ ਹਨ । ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬੀ ਸਮਝਦਾਰ ਹਨ ਅਤੇ ਉਹਨਾਂ ਨੂੰ ਯਕੀਨ ਹੈ ਕਿ ਲੋਕ ਪੰਜਾਬ ਵਿਚ ਕਦੇ ਵੀ ਆਰ ਐਸ ਐਸ ਦੇ ਅਤੇ ਉਸ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।ਇਸ ਮੌਕੇ ਕਿਸਾਨਾਂ ਦੇ ਵਾਰਸਾਂ ਨੇ ਸ੍ਰੀ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਿੱਲੀ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਮਰਪਿਤ ਨਾ ਕੇਵਲ ਪੰਜਾਬ ਦੀ ਬਲਕਿ ਦੇਸ਼ ਦੀ ਪਹਿਲੀ ਵਿਲੱਖਣ ਯਾਦਗਾਰ ਹੈ ਜਿਸ ਨੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਦੀਵੀ ਅਮਰ ਕਰ ਦਿੱਤਾ ਹੈ।ਇਸ ਮੌਕੇ ਸ਼ਾਮਿਲ ਹੋਏ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਮੇਸ਼ਾਂ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨ ਅੰਦੋਲਨ ਦੌਰਾਨ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਖੜੀ ਹੈ ਅਤੇ ਭਵਿੱਖ ਵਿੱਚ ਵੀ ਚੱਟਾਨ ਵਾਂਗ ਖੜੀ ਰਹੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਐਸ ਐਸ ਪੀ ਸ੍ਰੀ ਸਵਪਨ ਸ਼ਰਮਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਓ.ਪੀ. ਸੋਨੀ ਨੇ 225 ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸੁਖਜਿੰਦਰ ਮਾਨ
ਚੰਡੀਗੜ੍ਹ, 08 ਦਸੰਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੀਆਂ ਭਰਤੀ ਹੋਈਆਂ ਮਲਟੀ ਪਰਪਜ਼ ਹੈਲਥ ਵਰਕਰਾਂ(ਐਮ.ਪੀ.ਐਚ. ਡਬਲਿਊ.) (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਵਿਕਾਸ ਗਰਗ, ਸਕੱਤਰ ਸਿਹਤ, ਡਾ: ਅੰਦੇਸ਼ , ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਅਤੇ ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ(ਪ.ਭ.) ਵੀ ਹਾਜ਼ਰ ਸਨ।ਪੰਜਾਬ ਸਰਕਾਰ ਨੇ ਐਮ.ਪੀ.ਐਚ. ਡਬਲਿਊ. (ਫ਼ੀਮੇਲ) ਦੀਆਂ 600 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਸੀ ਅਤੇ ਅੱਜ ਦੇ ਸਮਾਗਮ ਵਿੱਚ ਪਹਿਲੇ ਪੜਾਅ ਵਿੱਚ 225 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਬਾਕੀ ਉਮੀਦਵਾਰਾਂ ਨੂੰ ਵੀ ਅਗਾਮੀ ਕੁਝ ਦਿਨਾਂ ਵਿੱਚ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।ਨਵੇਂ ਭਰਤੀ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਰਾਹੀਂ ਇਨ੍ਹਾਂ ਨਿਯੁਕਤੀਆਂ ਦੀ ਚੋਣ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ “ਰੁਜ਼ਗਾਰ ਪ੍ਰਾਪਤ ਕਰਨਾ ਕਿਸੇ ਵੀ ਵਿਅਕਤੀ ਦੇ ਜੀਵਨ ਵਿੱਚ ਇੱਕ ਨਾ ਭੁੱਲਣ ਵਾਲਾ ਪੜਾਅ ਹੁੰਦਾ ਹੈ ਅਤੇ ਸਰਕਾਰ ਉਮੀਦ ਕਰਦੀ ਹੈ ਕਿ ਸਾਰੇ ਨਵ-ਨਿਯੁਕਤ ਕਰਮਚਾਰੀ ਆਪਣੇ ਪ੍ਰੋਫਾਈਲ ਅਨੁਸਾਰ ਇਮਾਨਦਾਰੀ ਅਤੇ ਮਿਹਨਤ ਨਾਲ਼ ਡਿਊਟੀ ਨਿਭਾਉਣਗੇ ਤਾਂ ਜੋ ਆਮ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ।”ਸ੍ਰੀ ਸੋਨੀ ਨੇ ਕਿਹਾ, “ਪੰਜਾਬ ਸਰਕਾਰ ਕੋਵਿਡ-19 ਮਹਾਂਮਾਰੀ ਦੇ ਦੌਰ ਨੂੰ ਬੜੀ ਤਨਦੇਹੀ ਨਾਲ ਨਜਿੱਠਿਆ ਹੈ ਅਤੇ ਇਹ ਸਭ ਸਿਹਤ ਕਰਮਚਾਰੀਆਂ ਦੀਆਂ 24 ਘੰਟੇ ਸੇਵਾਵਾਂ ਸਦਕਾ ਹੀ ਹੋ ਰਿਹਾ ਹੈ”। ਉਨ੍ਹਾਂ ਦੱਸਿਆ ਕਿ “ਅਸੀਂ ਵੱਡੀ ਗਿਣਤੀ ਵਿੱਚ ਮੈਡੀਕਲ ਅਫ਼ਸਰਾਂ, ਸਟਾਫ਼ ਨਰਸਾਂ, ਫਾਰਮਾਸਿਸਟਾਂ, ਸਿਹਤ ਵਰਕਰ, ਰੇਡੀਓਗ੍ਰਾਫਰਾਂ, ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ, ਈਸੀਜੀ ਟੈਕਨੀਸ਼ੀਅਨ, ਓਟੀ ਅਸਿਸਟੈਂਟ ਦੀ ਭਰਤੀ ਕਰ ਚੁੱਕੇ ਹਾਂ ਅਤੇ ਹੁਣ 800 ਤੋਂ ਵੱਧ ਵਾਰਡ ਅਟੈਂਡੈਂਟਾਂ ਦੀ ਭਰਤੀ ਪ੍ਰਕਿਰਿਆ ਵੀ ਪੂਰੀ ਹੋਣ ਦੇ ਨੇੜੇ ਹੈ, ਇਨ੍ਹਾਂ ਸਭ ਅਸਾਮੀਆਂ ਨੂੰ ਭਰਕੇ ਆਪਣੀ ਸਿਹਤ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਾਂਗੇ”।ਸਿਹਤ ਵਿਭਾਗ ਦੇ ਵੱਖ-ਵੱਖ ਹੜਤਾਲੀ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਤਿਆਰ ਹੈ। ਕੋਵਿਡ 19 ਦੇ ਨਵੇਂ ਰੂਪ ਓਮਿਕਰੋਨ ਅਤੇ ਤੀਜੀ ਲਹਿਰ ਦੇ ਖਤਰੇ ਦੇ ਇਸ ਸੰਵੇਦਨਸ਼ੀਲ ਦੌਰ ਦੇ ਵਿਚਕਾਰ ਉਨ੍ਹਾਂ ਨੂੰ ਕੰਮ ‘ਤੇ ਵਾਪਸ ਆਉਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਹੜਤਾਲ ਕਾਰਨ ਆਮ ਜਨਤਾ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਰਕਾਰ ਨੇ 10 ਸਾਲ ਦੀ ਠੇਕੇ ‘ਤੇ ਸੇਵਾ ਪੂਰੀ ਕਰ ਚੁੱਕੇ 36000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਬਿੱਲ ਵੀ ਪੇਸ਼ ਕੀਤਾ ਹੈ।
ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ 4361 ਟੈਬਲੇਟ: ਪਰਗਟ ਸਿੰਘ
ਸੁਖਜਿੰਦਰ ਮਾਨ
ਚੰਡੀਗੜ੍ਹ, 8 ਦਸੰਬਰ: ਸਕੂਲੀ ਸਿੱਖਿਆ ਨੂੰ ਗੁਣਾਤਮਕਤਾ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਖੁਲਾਸਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਇੱਥੇ ਜਾਰੀ ਪ੍ਰੈਸ ਵਿੱਚ ਕੀਤਾ ਗਿਆ।ਸ. ਪਰਗਟ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਟੈਬਲੇਟ ਦੇਣ ਲਈ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਟੈਬਲੇਟ ਦੇਣ ਲਈ ਚੁਣਿਆ ਗਿਆ ਹੈ। ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਹਾਈਟੈਕ ਬਣਾਉਣ ਦੇ ਉਦੇਸ਼ ਨਾਲ ਪ੍ਰਤੀ ਸਕੂਲ ਪੰਜ ਟੈਬਲੇਟ ਦਿੱਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟਾਂ ਵਿੱਚ ਈ-ਕੰਟੈਂਟ ਨਾਲ ਸਬੰਧਿਤ ਐਪਜ਼ ਵੀ ਇੰਸਟਾਲ ਕਰਕੇ ਦਿੱਤੀਆਂ ਜਾ ਰਹੀਆਂ ਹਨ ਅਤੇ ਸਬੰਧਿਤ ਸਕੂਲਾਂ ਨੂੰ ਈ -ਕੰਟੈਂਟ ਚਾਲੂ ਹਾਲਤ ਵਿੱਚ ਰੱਖਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟ ਦੀ ਵੰਡ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਸਿੱਖਿਆ) ਨੂੰ ਸਟਾਕ ਦੀ ਜ਼ਿਲ੍ਹਾ ਪੱਧਰ ‘ਤੇ ਪ੍ਰਾਪਤੀ, ਵੰਡ, ਰਿਕਾਰਡ ਅਤੇ ਸੁਰੱਖਿਆ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਆਪਣੇ ਅਧੀਨ ਪ੍ਰਾਪਤ ਸਟਾਕ ਦੀ ਕਾਰਜ ਸਮਰੱਥਾ ਦੀ ਜਾਂਚ ਕਰਨਗੇ। ਕਿਸੇ ਵੀ ਤਕਨੀਕੀ ਖਰਾਬੀ ਦੀ ਸੂਰਤ ਵਿੱਚ ਵਿਭਾਗ ਵੱਲੋਂ ਸਰਵਿਸ ਸੈਂਟਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।ਵਿਭਾਗ ਵੱਲੋਂ ਜਲਦੀ ਹੀ ਸਕੂਲਾਂ ਨੂੰ ਟੈਬਲੇਟ ਦੀ ਵਰਤੋਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ।
ਮੁੱਖ ਮੰਤਰੀ ਚੰਨੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧਾ ਪ੍ਰਸਾਰਣ/ਪ੍ਰਸਾਰਣ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਲਈ ਸ੍ਰੋਮਣੀ ਕਮੇਟੀ ਨੂੰ ਨਿਰਦੇਸ ਦੇਣ ਦੀ ਅਪੀਲ
ਸੁਖਜਿੰਦਰ ਮਾਨ
ਬਠਿੰਡਾ, 8 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਸਿੱਧੇ ਪ੍ਰਸਾਰਣ/ਪ੍ਰਸਾਰਣ ਦੇ ਅਧਿਕਾਰ ਦੇਣ ਲਈ ਨਿਰਦੇਸ ਦੇਣ। ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਰਤਸਰ ਤੋਂ ਲਾਈਵ ਗੁਰਬਾਣੀ ਕੀਰਤਨ। ਇਸ ਕਦਮ ਦਾ ਉਦੇਸ ਲਾਈਵ ਕੀਰਤਨ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਸਰਧਾਲੂ ਗੁਰਬਾਣੀ ਕੀਰਤਨ ਦੇਖਣ/ਸੁਣਨ ਤੋਂ ਵਾਂਝਾ ਨਾ ਰਹੇ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਨਿੱਜੀ ਤੌਰ ‘ਤੇ ਪੱਤਰ ਸੌਂਪਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਸ ਤਰ੍ਹਾਂ ਸਿੱਖ ਸੰਗਤਾਂ ਵੰਡ ਤੋਂ ਬਾਅਦ ਪਾਕਿਸਤਾਨ ਵਿੱਚ ਰਹਿ ਗਏ ਪਵਿੱਤਰ ਅਸਥਾਨਾਂ ਦੇ ‘ਖੁੱਲ੍ਹੇ ਦਰਸਨ ਦੀਦਾਰ‘ ਲਈ ਲੰਮੇ ਸਮੇਂ ਤੋਂ ਤਰਸਦੀਆਂ ਆ ਰਹੀਆਂ ਸਨ, ਉਸੇ ਤਰ੍ਹਾਂ ਇਸੇ ਭਾਵਨਾ ਨਾਲ ਸ. ਸਰਧਾਲੂ ਸਿੱਖ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਚੌਵੀ ਘੰਟੇ ਗੁਰਬਾਣੀ ਕੀਰਤਨ ਦੇ ਖੁੱਲ੍ਹੇ ਪ੍ਰਸਾਰਣ ਦੀ ਸਦਾ ਹੀ ਡੂੰਘੀ ਇੱਛਾ ਪਾਲੀ ਹੋਈ ਹੈ।ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਕਤ ਮੰਤਵ ਲਈ ਲੋੜੀਂਦੇ ਬੁਨਿਆਦੀ ਢਾਂਚੇ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ।ਮੁੱਖ ਮੰਤਰੀ ਨੇ ਅੱਗੇ ਇਸਾਰਾ ਕਰਦੇ ਹੋਏ ਕਿਹਾ ਕਿ ਸ੍ਰੋਮਣੀ ਕਮੇਟੀ ਨੇ ਅਧੂਰੇ ਫੰਡਾਂ ਦੇ ਬਦਲੇ ਇੱਕ ਪਰਿਵਾਰ ਦੀ ਮਲਕੀਅਤ ਵਾਲੇ ਇੱਕ ਵਿਸੇਸ ਪੰਜਾਬੀ ਚੈਨਲ ਨੂੰ ਵਿਸੇਸ ਅਧਿਕਾਰ ਦਿੱਤੇ ਹਨ, ਜੋ ਕਿ ਪੂਰੀ ਤਰ੍ਹਾਂ ਨਾਲ ਬੇਇਨਸਾਫੀ ਅਤੇ ਬੇਇਨਸਾਫੀ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਕਮੇਟੀ ਵੱਲੋਂ ਆਪਣੇ ਫੈਸਲੇ ਨਾਲ ਇਕ ਚੈਨਲ ਨੂੰ ਟੈਲੀਕਾਸਟ ਦੇ ਅਧਿਕਾਰ ਦੇ ਕੇ ਗੁਰਬਾਣੀ ਕੀਰਤਨ ਨੂੰ ਦੂਰ-ਦੂਰ ਤੱਕ ਹਰ ਘਰ ਵਿੱਚ ਪਹੁੰਚਾਉਣ ਦੇ ਰਾਹ ਵਿੱਚ ਰੋੜਾ ਬਣ ਗਿਆ ਹੈ।ਮੁੱਖ ਮੰਤਰੀ ਚੰਨੀ ਨੇ ਜਥੇਦਾਰ ਨੂੰ ਇਹ ਵੀ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਨੇ ਵੀ 1996 ਅਤੇ 2004 ਦੀਆਂ ਸ੍ਰੋਮਣੀ ਕਮੇਟੀ ਚੋਣਾਂ ਦੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਿੱਖ ਸੰਗਤਾਂ ਨਾਲ ਵਾਅਦਾ ਕੀਤਾ ਸੀ ਕਿ ਸ੍ਰੋਮਣੀ ਕਮੇਟੀ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ 24 ਘੰਟੇ ਲਾਈਵ ਪ੍ਰਸਾਰਣ ਲਈ ਆਪਣਾ ਚੈਨਲ ਬਣਾਏਗੀ। ਮੁੱਖ ਮੰਤਰੀ ਚੰਨੀ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਇਸ ਅਤਿ ਗੰਭੀਰ ਅਤੇ ਮਹੱਤਵਪੂਰਨ ਮਾਮਲੇ ‘ਤੇ ਸ੍ਰੋਮਣੀ ਕਮੇਟੀ ਨੂੰ ਜਲਦੀ ਤੋਂ ਜਲਦੀ ਜਰੂਰੀ ਨਿਰਦੇਸ ਜਾਰੀ ਕਰਨ। ਇਸ ਮੌਕੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਖੁਸਬਾਜ਼ ਸਿੰਘ ਜਟਾਣਾ, ਜ਼ਿਲ੍ਹਾ ਯੂਥ ਪ੍ਰਧਾਨ ਲਖਵਿੰਦਰ ਸਿੰਘ ਲੱਕੀ, ਰਣਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ।
ਪੀਆਰਟੀਸੀ ਕਾਮਿਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ
ਸੁਖਜਿੰਦਰ ਮਾਨ
ਬਠਿੰਡਾ, 8 ਦਸੰਬਰ: ਪੰਜਾਬ ਰੋਡਵੇਜ਼, ਪਨਬੱਸ,ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਅੱਜ ਸਥਾਨਕ ਪੀਆਰਟੀਸੀ ਡਿੱਪੂ ਵਿਚ ਦੂਜੇ ਦਿਨ ਵੀ ਹੜਤਾਲ ਜਾਰੀ ਰਹੀ। ਇਸ ਦੌਰਾਨ 80 ਫ਼ੀਸਦੀ ਸਰਕਾਰੀ ਬੱਸਾਂ ਸੜਕਾਂ ’ਤੇ ਨਹੀਂ ਚੜ੍ਹ ਸਕੀਆਂ। ਹਾਲਾਂਕਿ ਪੀਆਰਟੀਸੀ ਅਧਿਕਾਰੀਆਂ ਨੇ ਪੱਕੇ ਤੇ ਕੁੱਝ ਹੋਰਨਾਂ ਮੁਲਾਜਮਾਂ ਦੀ ਮਦਦ ਨਾਲ ਸਰਕਾਰੀ ਬੱਸਾਂ ਨੂੰ ਪ੍ਰਮੁੱਖ ਰੂਟਾਂ ’ਤੇ ਭੇਜਣ ਦੇ ਉਪਰਾਲੇ ਕੀਤੇ। ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਜਿੱਥੇ ਸਵਾਰੀਆਂ ਨੂੰ ਵੀ ਪ੍ਰੇਸ਼ਾਨੀਆਂ ਝੱਲਣੀਆਂ ਪਈਆਂ, ਉਥੇ ਪ੍ਰਾਈਵੇਟਾਂ ਬੱਸਾਂ ਦੀ ਅੱਜ ਵੀ ਚਾਂਦੀ ਬਣੀ ਰਹੀ। ਇਸ ਮੌਕੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ, ਕੈਸ਼ੀਅਰ ਰਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਸਰਕਾਰ ਜਾਣਬੁੱਝ ਕੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਤੋਂ ਟਾਲਾ ਵੱਟ ਰਹੀ ਹੈ। ਜਿਸਦੇ ਚੱਲਦੇ ਸਰਕਾਰ ਦੇ ਲਾਰਿਆਂ ਕਾਰਨ ਮਜ਼ਬੂਰਨ ਯੂਨੀਅਨ ਨੂੰ ਸੰਘਰਸ਼ ਦਾ ਰਾਹ ਫੜਨਾ ਪਿਆ ਹੈ। ਉਨ੍ਹਾਂ ਕਿਹਾ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਕੋਰੋਨਾ ਮਹਾਂਮਾਰੀ ਵਿਚ ਡਿਊਟੀ ਕੀਤੀਆਂ ਤੇ 8 ਮੁਲਾਜ਼ਮਾਂ ਦੀਆਂ ਕੋਰੋਨਾ ਨਾਲ ਜਾਨਾਂ ਚਲੀਆਂ ਗਈਆਂ, ਪਰ ਇਸਦੇ ਬਾਵਜੂਦ ਮਿ੍ਤਕਾਂ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨਾਂ੍ਹ ਕਿਹਾ ਕਿ ਆਮ ਜਨਤਾ ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟੇ੍ਡ ਯੂਨੀਅਨਾਂ ਅਤੇ ਲੋਕਾਂ ਵਲੋਂ ਹੱਕੀ ਅਤੇ ਜਾਇਜ ਮੰਗਾਂ ਲਈ ਰੱਖੇ ਸੰਘਰਸ਼ ਨੂੰ ਭਰਵੀਂ ਹਮਾਇਤ ਮਿਲ ਰਹੀ ਹੈ।






