Friday, May 1, 2026
Home Blog Page 2706

ਟਰੱਸਟ ਕਲੌਨੀਆਂ ਦੇ ਇਨਹਾਸਮੈਂਟ ਵਿਆਜ ’ਚ ਕਟੌਤੀ

0

ਬਠਿੰਡਾ ’ਚ ਸੱਤ ਕਲੌਨੀਆਂ ਦੇ 1400 ਵਾਸਿੰਦਿਆਂ ਨੂੰ ਹੋਵੇਗਾ 15 ਕਰੋੜ ਦਾ ਫ਼ਾਈਦਾ: ਅਗਰਵਾਲ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਨਗਰ ਸੁਧਾਰ ਟਰੱਸਟ ਅਧੀਨ ਵਿਕਸਤ ਹੋਈਆਂ ਕਲੌਨੀਆਂ ’ਚ ਵੱਖ ਵੱਖ ਸਮੇਂ ਕੀਮਤਾਂ ’ਚ ਹੋਏ ਵਾਧੇ ’ਤੇ ਲੱਗਦੇ ਵਿਆਜ ’ਚ ਕਟੌਤੀ ਦਾ ਬਠਿੰਡਾ ਵਾਸੀਆਂ ਨੂੰ ਵੱਡਾ ਫ਼ਾਈਦਾ ਹੋਵੇਗਾ। ਅੱਜ ਇੱਥੇ ਸਪੋਕਸਮੈਨ ਨਾਲ ਵਿਸੇਸ ਗੱਲਬਾਤ ਕਰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ.ਕੇ.ਅਗਰਵਾਲ ਨੇ ਦਸਿਆ ਕਿ ਲੰਮੇ ਸਮੇਂ ਤੋਂ ਕਲੌਨੀ ਵਾਸੀਆਂ ਵਲੋਂ ਵਿਆਜ ’ਚ ਕਟੌਤੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਪੂਰਾ ਕਰਨ ਲਈ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿਤਾ ਸੀ। ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵਲੋਂ ਕੀਤੇ ਇਸ ਫੈਸਲੇ ਨਾਲ ਇਕੱਲੇ ਬਠਿੰਡਾ ਸ਼ਹਿਰ ਵਿਚ ਟਰੱਸਟ ਵਲੋਂ ਵਸਾਈਆਂ ਸੱਤ ਕਲੌਨੀਆਂ ’ਚ ਵਸਦੇ ਕਰੀਬ 1400 ਲੋਕਾਂ ਨੂੰ ਪੌਣੇ ਪੰਦਰਾ ਕਰੋੜ ਰੁਪਏ ਦੇ ਕਰੀਬ ਫ਼ਾਈਦਾ ਮਿਲੇਗਾ। ਚੇਅਰਮੈਨ ਅਗਰਵਾਲ ਨੇ ਦਸਿਆ ਕਿ ਪਟੇਲ ਨਗਰ, ਭਾਰਤ ਨਗਰ, ਟੈਗੋਰ ਨਗਰ, ਗਰੀਨ ਐਵਨਿਊ, ਅਮਰੀਕ ਸਿੰਘ ਰੋਡ, ਕਮਲਾ ਨਹਿਰੂ ਨਗਰ ਤੇ 1.36 ਏਕੜ ਸਕੀਮ ਵਿਚ 1391 ਅਲਾਟੀਆਂ ਵੱਲ 8.64 ਕਰੋੜ ਰੁਪਏ ਦਾ ਵਾਧਾ ਬਕਾਇਆ ਸੀ ਪ੍ਰੰਤੂ ਇਸਦਾ ਵਿਆਜ ਹੀ ਪੌਣੇ 31 ਕਰੋੜ ਰੁਪਏ ਬਣ ਚੁੱਕਿਆ ਸੀ। ਜਿਸ ਵਿਚੋਂ ਹੁਣ ਤੱਕ ਕਰੀਬ ਚਾਰ ਕਰੋੜ ਰੁਪਏ ਦਾ ਵਾਧਾ ਵਸੂਲਿਆ ਜਾ ਚੁੱਕਿਆ ਹੈ ਤੇ ਵਿਆਜ਼ ਵਜੋਂ ਸਿਰਫ਼ ਢਾਈ ਕਰੋੜ ਰੁਪਇਆ ਹੀ ਅਦਾ ਕੀਤਾ ਗਿਆ ਹੈ ਜਦੋਂਕਿ ਬਾਕੀ ਦਾ ਵਿਆਜ ਲੰਬਿਤ ਪਿਆ ਸੀ। ਚੇਅਰਮੈਨ ਅਗਰਵਾਲ ਨੇ ਦਸਿਆ ਕਿ ਹੁਣ ਬਕਾਇਆ ਵਿਆਜ ਵਿਚੋਂ ਅਲਾਟੀਆਂ ਨੂੰ ਅੱਧਾ ਮੁਆਫ਼ ਹੋ ਜਾਵੇਗਾ। ਉਨ੍ਹਾਂ ਦਸਿਆ ਕਿ ਆਉਣ ਵਾਲੇ ਦਿਨਾਂ ’ਚ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਵਿਸੇਸ ਕੈਂਪ ਲਗਵਾ ਕੇ ਬਣਦੀ ਰਾਸ਼ੀ ਭਰਾਈ ਜਾਵੇਗੀ।

ਕਮਿਸ਼ਨਰ ਕੌਸ਼ਿਕ ਨੇ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

0

ਕਿਹਾ, ਝੋਨੇ ਦੇ ਇੱਕ-ਇੱਕ ਦਾਣੇ ਦੀ ਕੀਤੀ ਜਾਵੇਗੀ ਖਰੀਦ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਰਵਿੰਦਰ ਕੁਮਾਰ ਕੌਸ਼ਿਕ ਨੇ ਅੱਜ ਦੇਰ ਸ਼ਾਮ ਸਥਾਨਕ ਮੁੱਖ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਖ਼ਰੀਦ ਕੇਂਦਰ ਵਿਚ ਖ਼ਰੀਦ ਦੇ ਸੁਚੱਜੇ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਸ਼੍ਰੀ ਕੌਸ਼ਿਕ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਤੇ ਐਸਐਸਪੀ ਅਜੈ ਮਲੂਜਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਡਵੀਜ਼ਨਲ ਕਮਿਸ਼ਨਰ ਨੇ ਮੰਡੀ ਵਿਚ ਪਹੁੰਚੇ ਕਿਸਾਨਾਂ ਨਾਲ ਗਲਬਾਤ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਝੋਨੇ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਤੇ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ। ਝੋਨੇ ਦੀ ਪਰਾਲੀ ਨੂੰ ਜਿੱਥੇ ਖੇਤ ਵਿਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ ਉੱਥੇ ਹੀ ਫ਼ਸਲ ਦੇ ਝਾੜ ਵਿਚ ਵੀ ਦੁੱਗਣਾ ਵਾਧਾ ਹੁੰਦਾ ਹੈ। ਇਸ ਮੌਕੇ ਐਸਡੀਐਮ ਕੰਵਰਦੀਪ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਕੰਵਲਪ੍ਰੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਪ੍ਰੀਤ ਕਾਹਲੋਂ, ਮਾਰਕਫੈਡ ਦੇ ਡੀਐਮ ਐਚ.ਐਸ ਧਾਲੀਵਾਲ, ਜ਼ਿਲ੍ਹਾ ਮੰਡੀ ਅਫ਼ਸਰ ਪ੍ਰੀਤ ਕੰਵਰ ਬਰਾੜ ਆਦਿ ਆਧਿਕਾਰੀ ਹਾਜ਼ਰ ਸਨ।

ਕਿਸਾਨ ਸੰਘਰਸ ’ਚ ਸ਼ਹੀਦ ਹੋਏ ਕਿਸਾਨਾਂ ਦੇ ਪ੍ਰਵਾਰਾਂ ਨੂੰ ਹਾਲੇ ਤੱਕ ਨਹੀਂ ਮਿਲੀ ਨੌਕਰੀ

0

ਬਠਿੰਡਾ ਦੇ ਇੱਕ ਦਰਜ਼ਨ ਕਿਸਾਨਾਂ ਦੇ ਪ੍ਰਵਾਰਾਂ ਨੂੰ ਹਾਲੇ ਤੱਕ ਨਹੀਂ ਮਿਲੀ ਨੌਕਰੀ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਪਿਛਲੀ ਕੈਪਟਨ ਸਰਕਾਰ ਦੁਆਰਾ ਕਿਸਾਨ ਸੰਘਰਸ਼ ’ਚ ਸ਼ਹੀਦ ਹੋਏ ਕਿਸਾਨਾਂ ਦੇ ਪ੍ਰਵਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਕੀਤੇ ਵਾਅਦੇ ਉਪਰ ਬੇਸ਼ੱਕ ਚੰਨੀ ਸਰਕਾਰ ਦੁਆਰਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ ਪ੍ਰੰਤੂ ਜ਼ਿਲ੍ਹੇ ਦੇ ਕਰੀਬ ਇੱਕ ਦਰਜ਼ਨ ਕਿਸਾਨ ਪ੍ਰਵਾਰ ਹਾਲੇ ਅਜਿਹੇ ਹਨ, ਜਿਹੜੇ ਨੌਕਰੀਆਂ ਦਾ ਇੰਤਜ਼ਾਰ ਕਰ ਰਹੇ ਹਨ। ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਦੱਸਿਆ ਤਿੱਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੇ ਬਾਡਰਾਂ ਤੇ ਇਕ ਸਾਲ ਤੋਂ ਉੱਪਰ ਸੰਘਰਸ਼ ਕਰਦੇ ਆ ਰਹੇ ਹਨ ਇਸ ਸੰਘਰਸ਼ ਦੌਰਾਨ ਪੰਜਾਬ ਦੇ ਸੱਤ ਸੌ ਤੋਂ ਉੱਪਰ ਕਿਸਾਨ ਮੋਰਚੇ ਵਿੱਚ ਸ਼ਹੀਦ ਹੋ ਚੁੱਕੇ ਹਨ। ਹਾਲਾਂਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਪਰ ਚੰਨੀ ਸਰਕਾਰ ਹਾਲੇ ਤੱਕ ਇਸ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ। ਉਨ੍ਹਾਂ ਦਸਿਆ ਕਿ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ 13 ਪਰਿਵਾਰ ਨੌਕਰੀ ਖਾਤਰ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਡਿਪਟੀ ਕਮਿਸ਼ਨਰ ਦਫ਼ਤਰ ਵਿਚ ਬਕਾਇਦਾ ਸਾਰੇ ਦਸਤਾਵੇਜ਼ ਜਮ੍ਹਾ ਕਰਾਏ ਜਾ ਚੁੱਕੇ ਹਨ ਪਰ ਸਿਰਫ਼ ਸਿਆਸੀ ਵੋਟ ਚੱਕਰ ਵਿਚ ਫ਼ਾਈਲਾਂ ਘੁੰਮ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦਿੱਲੀ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਸਰਕਾਰੀ ਨੌਕਰੀਆਂ ਦੇਣ ਤੋਂ ਇਲਾਵਾ ਉਨ੍ਹਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਸ਼ਹੀਦ ਪਰਿਵਾਰਾਂ ਦੇ ਮੁਖੀ ਦੀ ਪੰਜ ਹਜਾਰ ਮਹੀਨਾ ਪੈਨਸ਼ਨ ਲਗਾਈ ਜਾਵੇ । ਇਸਤੋਂ ਇਲਾਵਾ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦਗਾਰ ਬਣਾਈ ਜਾਵੇ, ਜਿਨ੍ਹਾਂ ਕਿਸਾਨਾਂ ਦੇ ਖੇਤੀ ਮੋਟਰਾਂ ਦੇ ਕੁਨੈਕਸ਼ਨ ਨਹੀਂ ਹੈ ਉਨ੍ਹਾਂ ਨੂੰ ਫੌਰੀ ਕੁਨੈਕਸ਼ਨ ਦਿੱਤੇ ਜਾਣ।

ਪੰਜਾਬ ਸਰਕਾਰ ਵਲੋਂ ਵਿਜੀਲੈਂਸ ਵਿਭਾਗ ਦੇ ਪੰਜ ਅਧਿਕਾਰੀਆਂ ਦੇ ਤਬਾਦਲੇ

0

ਜਸਪਾਲ ਸਿੰਘ ਬਣੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਐਸ.ਐਸ.ਪੀ
20 ਦਿਨਾਂ ਬਾਅਦ ਦੇਸ ਰਾਜ ਸੰਭਾਲਣਗੇ ਜਿੰਮੇਵਾਰੀ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਪੰਜਾਬ ਸਰਕਾਰ ਵਲੋਂ ਜਾਰੀ ਆਦੇਸ਼ਾਂ ਤਹਿਤ ਅੱਜ ਵਿਜੀਲੈਂਸ ਵਿਭਾਗ ਦੇ ਤਿੰਨ ਐਸ.ਐਸ.ਪੀਜ਼ ਸਹਿਤ ਪੰਜ ਪੁਲਿਸ ਅਧਿਕਾਰੀਆਂ ਨੂੰ ਬਦਲ ਦਿੱਤਾ ਗਿਆ ਹੈ। ਇੰਨ੍ਹਾਂ ਵਿਚ ਤਿੰਨ ਨੂੰ ਕ੍ਰਮਵਾਰ ਫ਼ਿਰੋਜਪੁਰ, ਬਠਿੰਡਾ ਤੇ ਲੁਧਿਆਣਾ ਆਰਥਿਕ ਬਿਊਰੋ ਦਾ ਐਸ.ਐਸ.ਪੀ ਅਤੇ ਦੋ ਨੂੰ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਤੈਨਾਤ ਕੀਤਾ ਗਿਆ ਹੈ। ਇੰਨਾਂ ਤੈਨਾਤੀਆਂ ਵਿਚ ਪਿਛਲੇ ਲੰਮੇ ਸਮੇਂ ਤੋਂ ਐਸ.ਪੀ ਸਿਟੀ ਵਜੋਂ ਸੇਵਾਵਾਂ ਨਿਭਾ ਰਹੇ ਜਸਪਾਲ ਸਿੰਘ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਨਵੇਂ ਐਸ.ਐਸ.ਪੀ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ। ਮਹੱਤਵਪੂਰਨ ਗੱਲ ਇਹ ਵੀ ਹੈ ਕਿ ਕਰੀਬ 20 ਦਿਨਾਂ ਜਾਣੀ 30 ਨਵੰਬਰ ਨੂੰ ਸੇਵਾਮੁਕਤ ਹੋਣ ਜਾ ਰਹੇ ਜਸਪਾਲ ਸਿੰਘ ਤੋਂ ਬਾਅਦ ਨਵੇਂ ਐਸ.ਐਸ.ਪੀ ਦੀ ਨਿਯੁਕਤੀ ਵੀ ਪੰਜਾਬ ਸਰਕਾਰ ਵਲੋਂ ਹੁਣ ਤੋਂ ਹੀ ਕਰ ਦਿੱਤੀ ਗਈ ਹੈ। ਵਿਜੀਲੈਂਸ ਵਿਭਾਗ ਦੇ ਮੁੱਖ ਅਧਿਕਾਰੀ ਐਸ.ਚਟੋਉਪਧਾਏ ਵਲੋਂ ਜਾਰੀ ਹੁਕਮਾਂ ਤਹਿਤ ਜਸਪਾਲ ਸਿੰਘ ਤੋਂ ਬਾਅਦ ਇਹ ਜਿੰਮੇਵਾਰੀ ਦੇਸ ਰਾਜ ਸੰਭਾਲਣਗੇ, ਜਿੰਨ੍ਹਾਂ ਨੂੰ ਹੁਣ ਮੁੱਖ ਦਫ਼ਤਰ ਵਿਖੇ ਜੁਆਇੰਟ ਡਾਇਰੈਕਟਰ ਸਿਕਾਇਤਾਂ ਲਗਾਇਆ ਗਿਆ ਹੈ। ਕਾਂਗਰਸ ਸਰਕਾਰ ਵਲੋਂ ਪਿਛਲੇ ਕਰੀਬ ਪੰਜ ਸਾਲਾਂ ਤੋਂ ਏਆਈਜੀ ਕਾਉੂਂਟਰ ਇੰਟੈਲੀਜੈਂਸੀ ਵਜੋਂ ਤੈਨਾਤ ਕੀਤੇ ਦੇਸ ਰਾਜ ਨੂੰ ਹੁਣ ਪੁਲਿਸ ਤੇ ਸਿਆਸੀ ਹਲਕਿਆਂ ਵਿਚ ਮਹੱਤਵਪੂਰਨ ਜਿੰਮੇਵਾਰੀ ਮਿਲਣ ਦੀਆਂ ਸਰਗੋਸ਼ੀਆ ਸੁਣਾਈ ਦੇ ਰਹੀਆਂ ਸਨ। ਇੱਥੇ ਦਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਚਰਚਿਤ ਅਧਿਕਾਰੀ ਰਾਜਜੀਤ ਸਿੰਘ ਤੋਂ ਇਲਾਵਾ ਮਨਦੀਪ ਸਿੰਘ ਸਿੱਧੂ, ਵਰਿੰਦਰ ਸਿੰਘ ਬਰਾੜ, ਅਮਰਜੀਤ ਸਿੰਘ ਬਾਜਵਾ ਤੇ ਨਰਿੰਦਰ ਭਾਰਗਵ ਨੂੰ ਵਿਜੀਲੈਂਸ ਵਿਭਾਗ ਵਿਚੋਂ ਬਦਲਣ ਤੋਂ ਬਾਅਦ ਗੌਤਮ ਸਿੰਘਲ, ਗੁਰਪ੍ਰੀਤ ਕੌਰ ਪੂਰੇਵਾਲ, ਲਖਵੀਰ ਸਿੰਘ, ਦੇਸ ਰਾਜ ਤੇ ਜਸਪਾਲ ਸਿੰਘ ਨੂੰ ਵਿਭਾਗ ਅਧੀਨ ਭੇਜਿਆ ਸੀ। ਨਵੇਂ ਹੁਕਮਾਂਤਹਿਤ ਗੁਰਪ੍ਰੀਤ ਕੌਰ ਪੂਰੇਵਾਲ ਐਸ.ਐਸ.ਪੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ, ਲਖਵੀਰ ਸਿੰਘ ਨੂੰ ਐਸ.ਐਸ.ਪੀ ਫ਼ਿਰੋਜਪੁਰ ਰੇਂਜ ਅਤੇ ਗੌਤਮ ਸਿੰਘਲ ਨੂੰ ਜੁਆਇੰਟ ਡਾਇਰੈਕਟਰ ਪ੍ਰਸ਼ਾਸਨ ਮੁੱਖ ਦਫ਼ਤਰ ਵਿਖੇ ਲਗਾਇਆ ਗਿਆ ਹੈ।

ਕਾਨੂੰਨੀ ਜਾਗਰੂਕਤਾ ਮੁਹਿੰਮ ਫ਼ਲਾਉਣ ਬਾਰੇ ਜਾਰੀ ਕੀਤੀ ਫਿਲਮ

0

ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਸਥਾਨਕ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਇੱਕ ਸਮਾਗਮ ਆਯੋਜਤ ਕਰਕੇ ਕਾਨੂੰਨੀ ਸੇਵਾਵਾਂ ਦਿਵਸ ਮਾਇਆ ਗਿਆ। ਇਸ ਮੌਕੇ ਜ਼ਿਲਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਮਲਜੀਤ ਲਾਂਬਾ ਦੀ ਪਹਿਲਕਦਮੀ ’ਤੇ ਕਾਨੂੰਨੀ ਜਾਗਰੂਕਤਾ ਬਾਰੇ ਫਿਲਮ ’ਇਨਸਾਫ’ ਜੋ ਕਿ ਬਠਿੰਡਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦੇ ਸਹਿਯੋਗ ਨਾਲ ਆਮ ਜਨਤਾ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਪ੍ਰਚਾਰ ਕਰਨ ਲਈ ਬਣਾਈ ਗਈ ਹੈ, ਜਿਸ ਨੂੰ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਸੈਮੀਨਾਰ ਵਿੱਚ ਵਧੀਕ ਜ਼ਿਲਾ ਅਤੇ ਸੈਸ਼ਨਜ਼ ਜੱਜ ਬਲਜਿੰਦਰ ਸਿੰਘ ਸਰਾਂ ਵੱਲੋਂ ਔਰਤਾਂ ਨਾਲ ਸਬੰਧਿਤ ਵੱਖ-ਵੱਖ ਕਾਨੂੰਨਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਪੱੁਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ। ਜਦੋਂਕਿ ਸਕੱਤਰ ਅਸੋਕ ਕੁਮਾਰ ਚੌਹਾਨ ਵੱਲੋਂ ਆਲ ਇੰਡੀਆਂ ਰੇਡੀਉ ਦੇ ਮਾਧਿਅਮ ਦੁਆਰਾ ਵੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿਚ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ ਬੂਟਾ ਸਿੰਘ, ਰਜਿਸਟਰਾਰ ਜੀ.ਐਸ.ਬਰਾੜ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਪ੍ਰੋਗਰਾਮ ਵਿੱਚ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ, ਲੀਗਲ ਹੈਡ ਅਮਨਪ੍ਰੀਤ ਅਰਸ਼ੀ ਅਤੇ ਐਡਵੋਕੇਟ ਲਲਿਤ ਗਰਗ ਵੀ ਹਾਜ਼ਰ ਰਹੇ।

ਡੀ.ਏ.ਵੀ. ਕਾਲਜ ’ਚ ਖੂਨਦਾਨ ਕੈਂਪ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਸਥਾਨਕ ਡੀ.ਏ.ਵੀ. ਕਾਲਜ ਵਿਚ ਅੱਜ ਐਨ.ਐਸ.ਐਸ. ਵਿਭਾਗ ਵਲੋਂ ਅੱਜ ਸਵ: ਸਾਬਕਾ ਪਿ੍ਰੰਸੀਪਲ ਸੰਜੀਵ ਕੁਮਾਰ ਸ਼ਰਮਾ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ’ਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਸ਼੍ਰੀ ਸੋਨੂੰ ਮਹੇਸ਼ਵਰੀ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ। ਖੂਨਦਾਨ ਕੈਂਪ ਵਿਚ 45 ਦੇ ਕਰੀਬ ਯੂਨਿਟ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਖੂਨਦਾਨ ਕੀਤਾ ਗਿਆ। ਕਾਲਜ ਪਿ੍ਰੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾਂ ਨੇ ਸਵਰਗੀ ਪਿ੍ਰੰਸੀਪਲ ਸ਼੍ਰੀ ਸਰਮਾ ਨੂੰ ਯਾਦ ਕਰਦਿਆਂ ਖੂਨਦਾਨ ਦੇਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਾਈਸ-ਪਿ੍ਰੰਸੀਪਲ ਪ੍ਰੋ. ਪਰਵੀਨ ਕੁਮਾਰ ਗਰਗ , ਪ੍ਰੋ. ਵਿਕਾਸ ਕਾਟੀਆ, ਰਜਿਸਟਰਾਰ ਡਾ. ਕੁਸਮ ਗੁਪਤਾ, ਪ੍ਰੋ. ਪੂਜਾ, ਡਾ. ਸਤੀਸ਼ ਗਰੋਵਰ, ਪ੍ਰੋ. ਕੁਲਦੀਪ ਸਿੰਘ ਅਤੇ ਡਾ. ਸੁਰਿੰਦਰ ਸਿੰਗਲਾ ਆਦਿ ਹਾਜ਼ਰ ਸਨ।

ਸੁਖਬੀਰ ਬਾਦਲ ਵਲੋਂ ਸੂਬੇ ’ਚ ਅਕਾਲੀ-ਬਸਪਾ ਸਰਕਾਰ ਬਣਨ ’ਤੇ ਮੁੜ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਦਾ ਐਲਾਨ

0

ਅਕਾਲੀ ਵਿਧਾਇਕਾਂ ਤੇ ਆਗੂਆਂ ਨੂੰ ਨਾਲ ਲੈ ਕੇ ਸਾਲਾਸਰ ਬਾਲਾਜੀ ਧਾਮ ਵਿਖੇ ਹੋਏ ਨਤਮਸਤਕ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਸਾਲਾਸਰ ਬਾਲਾਜੀ ਧਾਮ ਸਾਰੇ ਧਰਮਾਂ ਦੇ ਪਵਿੱਤਰ ਸਥਾਨਾਂ ਦੇ ਵੀ ਦਰਸ਼ਨ ਕਰਵਾਏ ਜਾਣਗੇ। ਸ: ਬਾਦਲ ਅੱਜ ਮਾਲਵਾ ਖਿੱਤੇ ਦੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਮੇਤ ਹੋਰ ਲੀਡਰਸ਼ਿਪ ਦੇ ਨਾਲ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿਚ ਸ੍ਰੀ ਸਾਲਾਸਰ ਬਾਲਾ ਜੀ ਧਾਮ ਮੰਦਿਰ ਅਤੇ ਮਾਤਾ ਅੰਜਨੀ ਮੰਦਿਰ ਵਿਖੇ ਨਤਮਸਤਕ ਹੋਏ। ਉਹਨਾਂ ਨੇ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਨਾਲ ਨਾਲ ਆਪਸੀ ਭਾਈਚਾਰੇ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ।ਮੰਦਿਰ ਟਰੱਸਟ ਮੈਨੇਜਮੈਂਟ ਨੇ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਸੀਨੀਅਰ ਲੀਡਰਸ਼ਿਪ ਨੂੰ ਸਨਮਾਨਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਸੀ ਜਿਸ ਤਹਿਤ ਰੇਲ ਗੱਡੀਆਂ ਤੇ ਬੱਸਾਂ ਰਾਹੀਂ ਪੰਜਾਬੀਆਂ ਨੁੰ ਸਾਲਾਸਰ, ਮਾਤਾ ਵੈਸ਼ਨੋ ਦੇਵੀ, ਮਾਤਾ ਚਿੰਤਪੂਰਨੀ, ਅਜਮੇਰ ਸ਼ਰੀਫ, ਸ੍ਰੀ ਹਜ਼ੂਰ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ। ਪਰ 2017 ਵਿਚ ਸੂਬੇ ਵਿਚ ਕਾਂਗਰਸ ਸਰਕਾਰ ਬਣਦੇ ਸਾਰ ਇਹ ਸਕੀਮ ਬੰਦ ਕਰ ਦਿੱਤੀ ਗਈ। ਉਹਨਾਂ ਕਿਹਾ ਕਿ ਹੁਣ ਅਸੀਂ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਇਹ ਸਕੀਮ ਮੁੜ ਸ਼ੁਰੂ ਕਰਾਂਗੇ।ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਐਨ ਕੇ ਸ਼ਰਮਾ, ਸਰੂਪ ਚੰਦ ਸਿੰਗਲਾ, ਪ੍ਰੇਮ ਅਰੋੜਾ, ਪ੍ਰਕਾਸ਼ ਚੰਦ ਗਰਗ, ਜੀਤ ਮਹਿੰਦਰ ਸਿੱਧੂ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਪ੍ਰੀਤ ਸਿੰਘ, ਪ੍ਰੇਮ ਅਰੋੜਾ, ਗੁਲਜ਼ਾਰ ਸਿੰਘ, ਹੰਸ ਰਾਜ ਜੋਸਨ, ਹਰਦੀਪ ਸਿੰਘ ਡਿੰਪੀ ਢਿੱਲੋਂ, ਮਨਤਾਰ ਸਿੰਘ ਬਰਾੜ, ਤੀਰਥ ਸਿੰਘ ਮਾਹਲਾ, ਪ੍ਰਕਾਸ਼ ਸਿੰਘ ਭੱਟੀ, ਗੁਰਦੇਵ ਸਿੰਘ ਮਾਣੂਕੇ, ਵਰਦੇਵ ਸਿੰਘ ਨੋਨੀ ਮਾਨ, ਬਰਜਿੰਦਰ ਸਿੰਘ ਮੱਖਣ ਬਰਾੜ, ਸਤਨਾਮ ਸਿੰਘ ਰਾਹੀ, ਕੁਲਵੰਤ ਸਿੰਘ ਕੀਤੂ, ਦਿਲਰਾਜ ਸਿੰਘ ਭੂੰਦੜ, ਬਲਕਾਰ ਸਿੰਘ ਬਰਾੜ, ਜਗਸੀਰ ਸਿੰਘ ਜੱਗਾ ਕਲਿਆਣ, ਮੋਹਿਤ ਗੁਪਤਾ, ਗੁਰਲਾਭ ਢੇਲਵਾ, ਗਰਦੌਰ ਸਿੰਘ, ਬਬਲੀ ਢਿੱਲੋਂ, ਗੁਰਮੀਤ ਸਿੰਘ ਬੁਰਜ਼, ਚਮਕੌਰ ਮਾਨ,ਨਿਰਮਲ ਸੰਧੂ, ਰਾਜਵਿੰਦਰ ਸਿੱਧੂ, ਹਰਪਾਲ ਢਿੱਲੋਂ, ਸੁਖਵੀਰ ਸਿੰਘ ਜੱਸੀ, ਗੁਰਸੇਵਕ ਮਾਨ,ਹਰਜਿੰਦਰ ਛਿੰਦਾ ਆਦਿ ਵੀ ਹਾਜ਼ਰ ਸਨ।

ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤ ਵਧਾ ਕੇ 9192.72 ਰੁਪਏ ਕੀਤੀ

0

ਸੁਖਜਿੰਦਰ ਮਾਨ
ਚੰਡੀਗੜ੍ਹ, 9 ਨਵੰਬਰ: ਮੰਤਰੀ ਮੰਡਲ ਨੇ ’ਘੱਟੋ-ਘੱਟ ਉਜਰਤਾਂ ਐਕਟ, 1948’ ਦੇ ਉਪਬੰਧਾਂ ਅਨੁਸਾਰ 1 ਮਾਰਚ, 2020 ਅਤੇ 1 ਸਤੰਬਰ, 2020 ਤੋਂ ਘੱਟੋ-ਘੱਟ ਉਜਰਤਾਂ ਵਿੱਚ ਵਾਧੇ ਅਤੇ ਇਸ ਐਕਟ ਦੀਆਂ ਧਾਰਾਵਾਂ ਅਧੀਨ ਗਠਿਤ ਕੀਤੇ ਗਏ ਪੰਜਾਬ ਮਿਨੀਮਮ ਵੇਜਿਜ਼ ਐਡਵਾਇਜ਼ਰੀ ਬੋਰਡ ਦੇ ਫੈਸਲੇ ਤੋਂ ਬਾਅਦ 1 ਮਾਰਚ, 2020 ਅਤੇ 1 ਸਤੰਬਰ, 2020 ਤੋਂ ਉਜਰਤਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਮਜਦੂਰਾਂ ਦੀਆਂ ਉਜਰਤਾਂ ਵਿੱਚ ਵਾਧੇ ਨਾਲ ਮਜਦੂਰਾਂ/ਕਿਰਤੀਆਂ ਦੀ ਖਰੀਦ ਸਮਰੱਥਾ ਵਿੱਚ ਵਾਧਾ ਹੋਵੇਗਾ ਜਿਸ ਨਾਲ ਰਾਜ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਨਾਲ ਕਰਮਚਾਰੀ ਨੂੰ ਚੰਗੀ ਨੌਕਰੀ ਦੀ ਸੰਤੁਸਟੀ ਵੀ ਮਿਲੇਗੀ ਜਿਸ ਦੇ ਸਿੱਟੇ ਵਜੋਂ ਉਤਪਾਦਕਤਾ ਵਿੱਚ ਵਾਧਾ ਹੋਣ ਦੇ ਨਾਲ ਨਾਲ ਰੁਜਗਾਰਦਾਤਾ ਨਾਲ ਸਬੰਧਾਂ ਵਿੱਚ ਸੁਧਾਰ ਹੋਵੇਗਾ।ਸੀ.ਪੀ.ਆਈ. ’ਤੇ ਆਧਾਰਿਤ ਘੱਟੋ-ਘੱਟ ਉਜਰਤਾਂ 415.89 ਰੁਪਏ ਦੇ ਵਾਧੇ ਨਾਲ 1 ਮਾਰਚ, 2020 ਤੋਂ ਬਕਾਇਆ ਸਨ। ਨਤੀਜੇ ਵਜੋਂ ਘੱਟੋ-ਘੱਟ ਉਜਰਤ ਨੂੰ ਹੁਣ ਸੋਧ ਕੇ 8776.83 ਰੁਪਏ ਤੋਂ 9192.72 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਘੱਟੋ-ਘੱਟ ਉਜਰਤਾਂ ਵਿੱਚ ਵਾਧੇ ਨਾਲ ਕਰਮਚਾਰੀ 1 ਮਾਰਚ, 2020 ਤੋਂ ਅਕਤੂਬਰ, 2021 ਤੱਕ 8251 ਰੁਪਏ ਦੇ ਬਕਾਏ ਦਾ ਹੱਕਦਾਰ ਹੋਵੇਗਾ।

ਪੰਜਾਬ ਖੇਤੀਬਾੜੀ ਉਪਜ ਮੰਡੀਆਂ ਐਕਟ-1961 ਵਿਚ ਸੋਧ ਨੂੰ ਪ੍ਰਵਾਨਗੀ

0

ਸੁਖਜਿੰਦਰ ਮਾਨ
ਚੰਡੀਗੜ੍ਹ, 9 ਨਵੰਬਰ: ਬਿਹਤਰ ਵਾਤਾਵਰਣ ਪੱਖੀ ਨੂੰ ਯਕੀਨੀ ਬਣਾਉਣ, ਖੇਤੀਬਾੜੀ ਸੁਰੱਖਿਆ ਨੂੰ ਬਹਾਲ ਕਰਨ ਅਤੇ ਕਿਸਾਨਾਂ, ਖੇਤ ਕਾਮਿਆਂ ਅਤੇ ਸਹਾਇਕ ਅਤੇ ਅਨੁਪਾਤਕ ਗਤੀਵਿਧੀਆਂ ਵਿੱਚ ਜੁਟੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਮੰਤਰੀ ਮੰਡਲ ਨੇ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਐਕਟ-1961 ਦੇ ਕਿਸਾਨ ਵਿਰੋਧੀ ਉਪਬੰਧਾਂ ਨੂੰ ਹਟਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ।ਦੱਸਣਯੋਗ ਹੈ ਕਿ ਪੰਜਾਬ ਖੇਤੀਬਾੜੀ ਉਪਜ ਮੰਡੀਆਂ ਐਕਟ 1961 (1961 ਐਕਟ), ਪੰਜਾਬ ਸਰਕਾਰ (ਸਰਕਾਰ) ਦੁਆਰਾ ਮੰਡੀਆਂ/ਮੰਡੀਆਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਬਿਹਤਰ ਬਣਾਉਣ ਲਈ, ਕਿਸਾਨਾਂ ਨੂੰ ਉਹਨਾਂ ਦੀਆਂ ਖੇਤੀ ਉਪਜਾਂ ਨੂੰ ਵੇਚਣ, ਨਿਯਮਤ ਕਰਨ ਅਤੇ ਵਪਾਰ ਵਿੱਚ ਪ੍ਰਚਲੱਤ ਬੇਨਿਯਮੀਆਂ ਨੂੰ ਖਤਮ ਕਰਨ ਲਈ ਲਾਗੂ ਕੀਤਾ ਗਿਆ ਇੱਕ ਵਿਧਾਨਿਕ ਉਪਾਅ ਹੈ। ਪਿਛਲੇ ਸਾਲਾਂ ਦੌਰਾਨ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟ, ਐਕਟ 1961 ਵਿੱਚ ਕੁਝ ਸੋਧਾਂ ਕੀਤੀਆਂ ਗਈਆਂ ਸਨ ਜਿਨ੍ਹਾਂ ਕਾਰਨ ਖੇਤੀਬਾੜੀ ਅਤੇ ਇਸ ਨਾਲ ਜੁੜੇ ਭਾਈਚਾਰਿਆਂ ਨੂੰ ਗੰਭੀਰ ਨੁਕਸਾਨ, ਕਮਜ਼ੋਰੀਆਂ, ਵਿਗਾੜਾਂ ਅਤੇ ਪੱਖਪਾਤ ਦਾ ਸਾਹਮਣਾ ਕਰਨਾ ਪਿਆ ਹੈ। ਇਹਨਾਂ ਸੋਧਾਂ ਨੇ ਪੇਂਡੂ ਭਾਈਚਾਰਿਆਂ ਖਾਸ ਕਰਕੇ ਕਿਸਾਨਾਂ ਅਤੇ ਸਤਿਕਾਰਤ ਖੇਤੀਬਾੜੀ ਕਿੱਤੇ ਨਾਲ ਜੁੜੇ ਲੋਕਾਂ ਦੇ ਮਜਬੂਤ ਖੇਤੀਬਾੜੀ ਵਿਕਾਸ ਅਤੇ ਇਹਨਾਂ ਦੀ ਰੋਜੀ ਰੋਟੀ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾ ਦਿੱਤਾ ਹੈ।

ਚੇਅਰਮੈਨ ਪਵਨ ਦੀਵਾਨ ਵੱਲੋਂ ਐਨਆਰਆਈ ਭਾਈਚਾਰੇ ਦਾ ਸਨਮਾਨ

0

ਸੁਖਜਿੰਦਰ ਮਾਨ
ਚੰਡੀਗੜ੍ਹ, 9 ਨਵੰਬਰ: ਐਨ.ਆਰ.ਆਈ ਭਾਈਚਾਰੇ ਵੱਲੋਂ ਸਮੇਂ-ਸਮੇਂ ਸਿਰ ਪੰਜਾਬ ਦੀ ਤਰੱਕੀ ਚ ਆਪਣਾ ਯੋਗਦਾਨ ਦਿੱਤਾ ਜਾਂਦਾ ਰਿਹਾ ਹੈ। ਇਸ ਲੜੀ ਹੇਠ, ਪੰਜਾਬ ਦੀ ਮਿੱਟੀ ਨਾਲ ਜੁੜ ਕੇ ਸਮੇਂ-ਸਮੇਂ ਸਿਰ ਪੰਜਾਬ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸਪੇਨ ਤੋਂ ਲਾਲੀ ਠੰਡੀ ਤੇ ਬਲਜੀਐਮ ਤੋਂ ਸੋਨੀ ਬੱਠਲਾ ਦਾ ਉਦਯੋਗ ਭਵਨ ਪੁੱਜਣ ਤੇ ਪੰਜਾਬ ਲਾਰਜ ਇੰਡਸਟਰੀਅਲ ਡੇਵਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਦੀਵਾਨ ਨੇ ਪੰਜਾਬ ਦੀ ਤਰੱਕੀ ਵਿਚ ਐਨਆਰਆਈ ਭਾਈਚਾਰੇ ਦੀ ਅਹਿਮੀਅਤ ਦਾ ਜ਼ਿਕਰ ਕੀਤਾ, ਜਿਹੜੇ ਸਮੇਂ-ਸਮੇਂ ਵਿਚ ਲੋਕਾਂ ਨੂੰ ਮੁਢਲੀਆਂ ਸੁਵਿਧਾਵਾਂ ਮੁਹਈਆ ਕਰਵਾਉਣ ਵਾਸਤੇ ਆਪਣਾ ਯੋਗਦਾਨ ਦਿੰਦੇ ਰਹਿੰਦੇ ਹਨ। ਉਨ੍ਹਾਂ ਨੇ ਸੂਬੇ ਦੇ ਉਦਯੋਗਾਂ ਲਈ ਐਨਆਰਆਈ ਭਾਈਚਾਰੇ ਤੋਂ ਨਿਵੇਸ਼ ਕਰਨ ਦੀ ਅਪੀਲ ਕੀਤੀ। ਜਿਸ ਬਾਰੇ ਬੀਤੇ ਦਿਨੀਂ ਲੁਧਿਆਣਾ ਵਿੱਚ ਹੋਈ ਇਨਵੈਸਟਮੈਂਟ ਸਮਿਟ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਵੀ ਐੱਨਆਰਆਈ ਭਾਈਚਾਰੇ ਨੂੰ ਸੂਬੇ ਅੰਦਰ ਨਿਵੇਸ਼ ਕਰਨ ਦੀ ਅਪੀਲ ਕੀਤੀ ਸੀ। ਇਸ ਦੌਰਾਨ ਲਾਲੀ ਠੰਡੀ ਅਤੇ ਸੋਨੀ ਬੱਠਲਾ ਨੇ ਕਿਹਾ ਕਿ ਉਹ ਪੰਜਾਬ ਨੂੰ ਤਰੱਕੀ ਕਰਦਾ ਦੇਖਣਾ ਚਾਹੁੰਦੇ ਹਨ। ਉਨ੍ਹਾਂ ਨੇ ਚੰਨੀ ਸਰਕਾਰ ਵੱਲੋਂ ਐਨਆਰਆਈ ਭਾਈਚਾਰੇ ਦੇ ਹਿੱਤ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਕਪਿਲ ਸ਼ਰਮਾ, ਸਰਪੰਚ ਗੁਰਦੀਪ ਸਿੰਘ, ਸਰਪੰਚ ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਿਰਕ, ਇਸ਼ਵਿੰਦਰ ਸਿੰਘ ਗੋਰਾਇਆ ਵੀ ਮੌਜੂਦ ਰਹੇ।

Our Visitor

1891899