Thursday, April 30, 2026
Home Blog Page 2722

ਰਾਜਾ ਵੜਿੰਗ ਨੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ 7 ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ

0

ਸੁਖਜਿੰਦਰ ਮਾਨ
ਚੰਡੀਗੜ੍ਹ, 25 ਅਕਤੂਬਰ:ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਸਮੇਂ ਫੌਤ ਹੋਏ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਗਏ। ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਕਿਸਾਨੀ ਸੰਘਰਸ਼ ਦੇ ਅਮਰ ਯੋਧਿਆਂ ਦੇ ਘਰ ਵਿੱਚ ਪਹੁੰਚ ਕਰਕੇ ਪਰਿਵਾਰਾਂ ਨਾਲ ਸਰਕਾਰ ਦੀ ਤਰਫੋਂ ਡਟ ਕੇ ਖੜ੍ਹੇ ਹੋਣ ਦੀ ਵਚਨਬੱਧਤਾ ਦੁਹਰਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਦੇ ਪੀੜਤ ਪਰਿਵਾਰ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਲੀ ਮਦਦ ਦੇਨਾਲ ਨਾਲ ਇੱਕ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ।
ਕੈਬਨਿਟ ਮੰਤਰੀ ਨੇ ਅੱਜ ਦੇ ਦੌਰੇ ਦੌਰਾਨ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਵੱਖ-ਵੱਖ ਪਿੰਡਾਂ ਵਿੱਚ ਗੈਰ ਰਸਮੀ ਸੰਬੋਧਨ ਦੌਰਾਨ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਤੀ ਕਿਸਾਨ ਪੰਜ ਲੱਖ ਰੁਪਏ ਦਿੱਤੇ ਗਏ ਹਨ ਅਤੇ ਮ੍ਰਿਤਕ ਕਿਸਾਨਾਂ ਦੇ ਇਕ-ਇਕ ਪਰਿਵਾਰਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪੱਤਰ ਦੇਣ ਦੀ ਸੁਰੂਆਤ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ ਅਤੇ ਹੁਣ ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।
ਉਨ੍ਹਾਂ ਸਵ. ਕਿਸਾਨ ਗੁਰਜੰਟ ਸਿੰਘ ਵਾਸੀ ਕੋਟ ਧਰਮੂ ਦੇ ਲੜਕੇ ਸੁਖਵਿੰਦਰ ਸਿੰਘ, ਸਵ. ਧੰਨਾ ਸਿੰਘ ਵਾਸੀ ਖਿਆਲੀ ਚਹਿਲਾਂ ਵਾਲੀ ਦੀ ਪਤਨੀ ਮਨਜੀਤ ਕੌਰ, ਸਵ. ਕੁਲਵੰਤ ਸਿੰਘ ਵਾਸੀ ਨੰਦਗੜ੍ਹ ਦੇ ਲੜਕੇ ਨਿਰਮਲ ਸਿੰਘ, ਸਵ. ਗੁਰਜੰਟ ਸਿੰਘ ਵਾਸੀ ਬੱਛੋਆਣਾ ਦੇ ਲੜਕੇ ਸੁਖਵਿੰਦਰ ਸਿੰਘ, ਸਵ. ਜਗਸੀਰ ਸਿੰਘ ਵਾਸੀ ਭਾਦੜਾ ਦੀ ਪਤਨੀ ਰਮਨਦੀਪ ਕੌਰ ਉਰਫ ਮਲਕੀਤ ਕੌਰ, ਸਵ. ਜੁਗਰਾਜ ਸਿੰਘ ਵਾਸੀ ਗੁੜੱਦੀ ਦੇ ਲੜਕੇ ਬਖਸ਼ੀਸ਼ ਸਿੰਘ ਅਤੇ ਕਿਸਾਨ ਸਵ ਗੁਰਜੰਟ ਸਿੰਘ ਵਾਸੀ ਅਲੀਸ਼ੇਰ ਕਲਾਂ ਦੇ ਲੜਕੇ ਜਗਸੀਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਪਰਿਵਾਰ ਆਪਣੇ ਜੀਅ ਗੁਆ ਚੁੱਕੇ ਹਨ, ਉਨ੍ਹਾਂ ਦੀ ਕਮੀ ਨੂੰ ਕੋਈ ਪੂਰਾ ਨਹੀਂ ਕਰ ਸਕਦਾ ਪਰ ਪੀੜਤ ਪਰਿਵਾਰਾਂ ਦੀ ਮਦਦ ਲਈ ਸਰਕਾਰ ਕਿਸੇ ਪ੍ਰਕਾਰ ਦੀ ਕਮੀ ਨਹੀਂ ਛੱਡੇਗੀ। ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਸੀਨੀਅਰ ਆਗੂ ਰਣਜੀਤ ਕੌਰ ਭੱਟੀ, ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ. ਐਸ. ਪੀ. ਸੰਦੀਪ ਕੁਮਾਰ ਗਰਗ, ਮਾਈਕਲ ਗਾਗੋਵਾਲ ਮੌਜੂਦ ਸਨ।

 

ਸਰਬ ਪਾਰਟੀ ਮੀਟਿੰਗ ਵੱਲੋਂ ਪੰਜਾਬ ’ਚ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੀ ਮੁਖਾਲਫ਼ਤ ਕਰਨ ਦਾ ਦ੍ਰਿੜ ਸੰਕਲਪ

0

ਬੀ.ਐਸ.ਐਫ. ਦੇ ਨੋਟੀਫਿਕੇਸ਼ਨ ਅਤੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੀ ਸਖ਼ਤ ਨਿਖੇਧੀ ਕਰਦੇ ਦੋ ਮਤੇ ਸਰਬਸੰਮਤੀ ਨਾਲ ਪਾਸ
ਮੁੱਖ ਮੰਤਰੀ ਵੱਲੋਂ ਬੀ.ਐਸ.ਐਫ. ਦੇ ਮੁੱਦੇ ਬਾਰੇ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਐਲਾਨ
ਕੇਂਦਰ ਸਰਕਾਰ ਦੀ ਆਪਹੁਦਰੀ ਕਾਰਵਾਈ ਨੂੰ ਸੂਬੇ ਦੇ ਸੰਵਿਧਾਨਿਕ ਹੱਕਾਂ ਦੀ ਉਲੰਘਣਾ ਤੇ ਸੰਘੀ ਭਾਵਨਾ ਦੇ ਖਿਲਾਫ ਦੱਸਿਆ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸੋਮਵਾਰ ਨੂੰ ਸੱਦੀ ਗਈ ਸਰਬਪਾਰਟੀ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ ਲਗਦੇ ਇਲਾਕਿਆਂ ਵਿੱਚ ਬੀ.ਐਸ.ਐਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੇ ਫੈਸਲੇ ਦਾ ਸੰਵਿਧਾਨਿਕ, ਕਾਨੂੰਨੀ ਅਤੇ ਸਿਆਸੀ ਤੌਰ ’ਤੇ ਸਖਤ ਵਿਰੋਧ ਕਰਨ ਦਾ ਅਹਿਦ ਕੀਤਾ ਗਿਆ ਤਾਂ ਜੋ 11 ਅਕਤੂਬਰ, 2021 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਤੋਂ ਪਹਿਲਾਂ ਦੀ ਸਥਿਤੀ ਬਹਾਲ ਹੋ ਸਕੇ।ਮੀਟਿੰਗ ਦੀ ਸ਼ੁਰੂਆਤ ਵਿਚ ਪੰਜਾਬ ਦੇ ਸ਼ਹੀਦ ਸੈਨਿਕਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ ਜਿਨ੍ਹਾਂ ਨੇ ਜੰਮੂ-ਕਸ਼ਮੀਰ ਵਿਚ ਆਪਣੀ ਡਿਊਟੀ ਨਿਭਾਉਂਦੇ ਹੋਏ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਦਿਆਂ ਸ਼ਹਾਦਤ ਦੇ ਦਿੱਤੀ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਇਸ ਸੰਵੇਦਨਸ਼ੀਲ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ ਅਤੇ ਰਾਜਪਾਲ ਨੂੰ ਇਹ ਸੈਸ਼ਨ ਛੇਤੀ ਤੋਂ ਛੇਤੀ ਬੁਲਾਉਣ ਲਈ ਸਿਫਾਰਿਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸਲਾਹ ਤੋਂ ਬਿਨਾਂ ਲਏ ਇੱਕ ਤਰਫਾ ਫੈਸਲੇ ਖਿਲਾਫ ਇਕ ਪਟੀਸ਼ਨ ਦਾਇਰ ਕੀਤੀ ਜਾਵੇਗੀ ਕਿਉਂ ਜੋ ਕਿ ਇਹ ਕਦਮ ਸੂਬੇ ਦੇ ਸੰਵਿਧਾਨਿਕ ਹੱਕਾਂ ਦੀ ਸਰਾਸਰ ਉਲੰਘਣਾ ਹੈ ਅਤੇ ਸੰਘੀ ਢਾਂਚੇ ਦੀ ਭਾਵਨਾ ਦੇ ਵਿਰੁੱਧ ਹੈ।
ਆਪਣੇ ਹਿੱਤਾਂ ਦੀ ਰਾਖੀ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਪੂਰੀ ਇੱਕਜੁੱਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਸੂਬਾਈ ਅਸੰਬਲੀ ਦੇ ਆਗਾਮੀ ਇਜਲਾਸ ਵਿੱਚ ਮੁੱਢੋਂ ਰੱਦ ਕਰ ਦਿੱਤੇ ਜਾਣਗੇ।
ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਵਿਸਥਾਰਪੂਰਵਕ ਵਿਚਾਰ-ਚਰਚਾ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਕੋਲੋਂ ਮਿਲਣ ਲਈ ਸਮਾਂ ਮੰਗਿਆ ਜਾਵੇ ਤਾਂ ਜੋ ਮੁੱਖ ਮੰਤਰੀ ਸਭਨਾਂ ਸਿਆਸੀ ਧਿਰਾਂ ਦਾ ਇਕ ਵਫ਼ਦ ਲੈ ਕੇ ਪ੍ਰਧਾਨ ਮੰਤਰੀ ਕੋਲ ਜਾਣ ਅਤੇ ਉਨ੍ਹਾਂ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਦੇ ਹੋਏ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਲੈਣ ਲਈ ਅਪੀਲ ਕਰਨ।
ਸਿਆਸੀ ਧਿਰਾਂ ਦੇ ਨੁਮਾਇੰਦਿਆਂ ਦੀ ਮੰਗ ’ਤੇ ਚੰਨੀ ਨੇ ਉਨ੍ਹਾਂ ਨੂੰ ਵੀ ਆਪਣੇ ਰਸੂਖ ਦਾ ਇਸਤੇਮਾਲ ਕਰਦੇ ਹੋਏ ਗੈਰ-ਭਾਜਪਾ ਸਰਕਾਰਾਂ ਅਤੇ ਹੋਰ ਸਿਆਸੀ ਪਾਰਟੀਆਂ ਨਾਲ ਖਾਸ ਕਰਕੇ ਪੱਛਮੀ ਬੰਗਾਲ ਅਤੇ ਰਾਜਸਥਾਨ ਸੂਬਿਆਂ ਵਿੱਚ, ਰਾਬਤਾ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਮੁੱਦੇ ਨੂੰ ਬਾਕੀ ਸੂਬਿਆਂ ਦੇ ਆਪਣੇ ਹਮਰੁਤਬਾ ਆਗੂਆਂ ਨਾਲ ਵੀ ਉਠਾਉਣਗੇ ਤਾਂ ਜੋ ਕੇਂਦਰ ਸਰਕਾਰ ’ਤੇ ਇਹ ਫੈਸਲਾ, ਜੋ ਕਿ ਕੇਂਦਰ-ਸੂਬਾਈ ਸਬੰਧਾਂ ’ਤੇ ਸਿੱਧਾ ਹਮਲਾ ਹੈ, ਵਾਪਸ ਲੈਣ ਲਈ ਦਬਾਅ ਪਾਇਆ ਜਾ ਸਕੇ।
ਇਸ ਸਾਰੇ ਮੁੱਦੇ ਬਾਰੇ ਜਜ਼ਬਾਤੀ ਰੌਂਅ ਵਿੱਚ ਆਉਂਦਿਆਂ ਮੁੱਖ ਮੰਤਰੀ ਨੇ ਕਿਹਾ, ‘‘ ਤੁਸੀ ਮੇਰੀਆਂ ਨਸਾਂ ਕੱਟ ਕੇ ਵੇਖ ਸਕਦੇ ਹੋ ਕਿ ਇਨ੍ਹਾਂ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਕਿੰਨਾ ਗਹਿਰਾ ਜਜ਼ਬਾ ਹੈ ਅਤੇ ਮੈਂ ਆਪਣੇ ਸੂਬੇ ਅਤੇ ਇਸ ਦੇ ਲੋਕਾਂ ਦੀ ਖਾਤਿਰ ਮੁੱਖ ਮੰਤਰੀ ਦੀ ਕੁਰਸੀ ਦੀ ਵੀ ਪਰਵਾਹ ਨਹੀਂ ਕਰਾਂਗਾ। ਮੇਰੀ ਸਾਦਗੀ ਅਤੇ ਨਿਮਰਤਾ ਨੂੰ ਮੇਰੀ ਕਮਜ਼ੋਰੀ ਸਮਝਣ ਦੀ ਗਲਤੀ ਨਾ ਕਰੋ ਅਤੇ ਮੈਂ ਇਹ ਯਕੀਨ ਦਿਵਾਉਂਦਾ ਹਾਂ ਕਿ ਮੇਰੇ ਸੂਬੇ ਵਿੱਚ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੇ ਮਾਹੌਲ ਨੂੰ ਕਿਸੇ ਵੀ ਕੀਮਤ ’ਤੇ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।’’
ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਮੁੱਦੇ ਦੀ ਜ਼ੋਰਦਾਰ ਮੁਖਾਲਫ਼ਤ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਸ ਮੀਟਿੰਗ ਵਿਚ ਭਾਰਤੀ ਜਨਤਾ ਪਾਰਟੀ ਸ਼ਾਮਲ ਨਹੀਂ ਹੋਈ। ਪਾਸ ਕੀਤੇ ਗਏ ਮਤੇ ਮੁਤਾਬਕ “ਪੰਜਾਬ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਦੇਸ਼ ਦੀ ਅਜ਼ਾਦੀ ਦੀ ਜੰਗ ਵਿੱਚ ਅਤੇ 1962, 1965, 1971 ਅਤੇ 1999 ਦੀਆਂ ਜੰਗਾਂ ਵਿੱਚ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਵਿੱਚ ਸਭ ਤੋਂ ਵੱਧ ਬਹਾਦਰੀ ਪੁਰਸਕਾਰ ਪੰਜਾਬੀਆਂ ਨੂੰ ਮਿਲੇ ਹਨ। ਪੰਜਾਬ ਪੁਲਿਸ ਦੁਨੀਆਂ ਵਿੱਚ ਅਜਿਹੀ ਬੇਮਿਸਾਲ ਦੇਸ਼ ਭਗਤ ਪੁਲਿਸ ਫ਼ੋਰਸ ਹੈ ਜਿਸਨੇ ਹਮੇਸ਼ਾ ਸਾਹਸ ਅਤੇ ਹੌਸਲੇ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਇਆ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਮੰਤਵ ਲਈ ਪੂਰੀ ਤਰ੍ਹਾਂ ਸਮਰੱਥ ਹੈ। ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਪੁਲਿਸ ਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ ਅਤੇ ਉਨ੍ਹਾਂ ਦਾ ਅਪਮਾਨ ਹੈ। ਕੇਂਦਰ ਸਰਕਾਰ ਨੂੰ ਐਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ ਵਟਾਂਦਰਾ ਕਰਨਾ ਚਾਹੀਦਾ ਸੀ। ਹੁਣ ਤੱਕ ਵੀ ਕੇਂਦਰ ਸਰਕਾਰ ਨੇ ਰਾਜ ਸਰਕਾਰ ਜਾਂ ਰਾਜ ਦੇ ਲੋਕਾਂ ਨੂੰ ਇਹ ਦੱਸਣ ਦੀ ਲੋੜ ਨਹੀਂ ਸਮਝੀ ਕਿ ਉਨ੍ਹਾਂ ਨੇ ਇਨ੍ਹਾਂ ਵੱਡਾ ਫ਼ੈਸਲਾ ਕਿਉਂ ਲਿਆ। ਇਹ ਸੰਘੀ ਢਾਂਚੇ ਦੀ ਭਾਵਨਾ ਦੀ ਘੋਰ ਉਲੰਘਣਾ ਹੈ। ਪਹਿਲਾਂ ਕੇਂਦਰ ਸਰਕਾਰ ਨੇ ਤਿੰਨ ਕਾਲੇ ਖੇਤੀ ਕਾਨੂੰਨ ਬਣਾ ਕੇ ਪੰਜਾਬ ਦੀ ਕਿਸਾਨੀ ਉਤੇ ਡਾਕਾ ਮਾਰਿਆ ਅਤੇ ਹੁਣ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣਾ ਇੱਕ ਸੌੜੀ ਰਾਜਨੀਤੀ ਹੈ। ਅੱਜ ਇਕੱਠੀਆਂ ਹੋਈਆਂ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਸਰਬ-ਸੰਮਤੀ ਨਾਲ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਮਿਤੀ 11 ਅਕਤੂਬਰ, 2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਿਸ ਲਵੇ।”
ਸਰਬ ਪਾਰਟੀ ਮੀਟਿੰਗ ਦੌਰਾਨ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਇਕ ਹੋਰ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਜਿਸ ਮੁਤਾਬਕ, “ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਪੰਜਾਬ ਦੇ ਲਹਿ-ਲਹਾਉਂਦੇ ਖੇਤ ਹੀ ਪੰਜਾਬ ਦੀ ਖੁਸ਼ਹਾਲੀ ਦਾ ਵੱਡਾ ਕਾਰਨ ਹਨ। ਪਰੰਤੂ ਅੱਜ ਤੋਂ ਲੱਗਭਗ ਇੱਕ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਬਣਾ ਕੇ ਪੰਜਾਬ ਅਤੇ ਪੰਜਾਬ ਦੀ ਖੇਤੀ ਅਤੇ ਕਿਸਾਨੀ ਉੱਤੇ ਇੱਕ ਵੱਡਾ ਡਾਕਾ ਮਾਰਿਆ ਜਿਸਦਾ ਉਸ ਦਿਨ ਤੋਂ ਅੱਜ ਤੱਕ ਹਰ ਪੰਜਾਬੀ ਮੁਕੰਮਲ ਤੌਰ ਉਤੇ ਵਿਰੋਧ ਕਰ ਰਿਹਾ ਹੈ ਅਤੇ ਦੇਸ਼ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਇੱਕ ਬਹੁਤ ਵੱਡਾ ਇਕੱਠ ਲੰਬੇ ਸਮੇਂ ਤੋਂ ਕਾਲੇ ਕਾਨੂੰਨਾਂ ਨੂੰ ਵਾਪਿਸ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦੇ ਬਾਰਡਰ ਤੇ ਸਾਤਮਈ ਅੰਦੋਲਨ ਕਰ ਰਿਹਾ ਹੈ। ਅੱਜ ਇਸ ਕਿਸਾਨ ਅੰਦੋਲਨ ਨੂੰ ਚੱਲਦਿਆ ਲਗਭਗ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਅਤੇ ਇਸ ਵਿੱਚ ਦੇਸ਼ ਦੇ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਪਰੰਤੂ ਫਿਰ ਵੀ ਕੇਂਦਰ ਸਰਕਾਰ ਨੇ ਇਸ ਮਸਲੇ ਨੂੰ ਹੱਲ ਕਰਨ ਲਈ ਕੋਈ ਵੀ ਲਾਹੇਵੰਦ ਉਪਰਾਲੇ ਨਹੀਂ ਕੀਤੇ ਹਨ। ਅੱਜ ਇਕੱਠੀਆਂ ਹੋਈਆਂ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਸਰਬ-ਸੰਮਤੀ ਨਾਲ ਮਤਾ ਪਾਸ ਕਰਕੇ ਮੰਗ ਕਰਦੀਆਂ ਹਨ ਕਿ ਕੇਂਦਰ ਸਰਕਾਰ ਤਿੰਨੋਂ ਕਾਲੇ ਕਾਨੂੰਨ ਤੁਰੰਤ ਵਾਪਿਸ ਲਵੇ।”
ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਵਿਚ ਉਪ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਮਹਿਕਮਾ ਹੈ, ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੇ ਇਸ ਆਪਹੁਦਰੇ ਕਦਮ ਨਾਲ ਨਿਕਲਣ ਵਾਲੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਉਤੇ ਥੋਪੇ ਗਏ ਇਸ ਫੈਸਲੇ ਨਾਲ ਨਾ ਸਿਰਫ ਪੁਲੀਸ ਫੋਰਸ ਦਾ ਮਨੋਬਲ ਟੁੱਟੇਗਾ ਸਗੋਂ ਬੀ.ਐਸ.ਐਫ. ਨਾਲ ਬੇਲੋੜਾ ਟਕਰਾਅ ਵੀ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਆਮਨ-ਕਾਨੂੰਨ ਦੀ ਵਿਵਸਥਾ ਸੂਬਾਈ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਨੇ ਇਸ ਸੰਵੇਦਨਸ਼ੀਲ ਮੁੱਦੇ ਉਤੇ ਸਾਡੀ ਸਲਾਹ ਤੱਕ ਵੀ ਨਹੀਂ ਪੁੱਛੀ ਜੋ ਸੂਬੇ ਦੇ ਹੱਕਾਂ ਉਤੇ ਸਿੱਧਾ ਡਾਕਾ ਮਾਰਿਆ ਗਿਆ ਜਿਸ ਨਾਲ ਸੰਵਿਧਾਨ ਦੇ ਸੰਘੀ ਢਾਂਚੇ ਨਾਲ ਛੇੜਛਾੜ ਕੀਤੀ ਗਈ ਹੈ।
ਸਰਬ ਪਾਰਟੀ ਮੀਟਿੰਗ ਵਿਚ ਵਿਚਾਰ ਪ੍ਰਗਟਾਉਣ ਵਾਲਿਆਂ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੀਨੀਅਰ ਅਕਾਲੀ ਲੀਡਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਬੀਰ ਦਵਿੰਦਰ ਸਿੰਘ, ਸੀ.ਪੀ.ਆਈ. (ਐਮ) ਦੇ ਸੁਖਵਿੰਦਰ ਸਿੰਘ ਸੇਖੋਂ, ਸੀ.ਪੀ.ਆਈ. ਦੇ ਬੰਤ ਸਿੰਘ ਬਰਾੜ, ਟੀ.ਐਮ.ਸੀ. ਪੰਜਾਬ ਯੂਨਿਟ ਦੇ ਮਨਜੀਤ ਸਿੰਘ ਮੋਹਾਲੀ, ਬਸਪਾ ਦੇ ਨਛੱਤਰਪਾਲ, ਆਪ ਵਿਧਾਇਕ ਅਮਨ ਅਰੋੜਾ, ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸ਼੍ਰੋਮਣੀ ਅਕਾਲੀ ਦਲ (1920) ਦੇ ਹਰਬੰਸ ਸਿੰਘ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਗੁਰਿੰਦਰ ਸਿੰਘ ਸ਼ਾਮਲ ਸਨ। ਇਸ ਮੌਕੇ ਉਪ ਮੁੱਖ ਮੰਤਰੀ ਓ.ਪੀ. ਸੋਨੀ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਵਿਜੇ ਇੰਦਰ ਸਿੰਗਲਾ, ਪਰਗਟ ਸਿੰਘ ਅਤੇ ਰਣਦੀਪ ਸਿੰਘ ਨਾਭਾ ਅਤੇ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਹਾਜ਼ਰ ਸਨ।

ਹਰਿਆਣਾ ਦੇ 50 ਹਜਾਰ ਰੁਪਏ ਤਕ ਸਾਲਾਨਾ ਆਮਦਨ ਵਾਲੇ ਇਕ ਲੱਖ ਪਰਿਵਾਰਾਂ ਦੀ ਆਮਦਨ ਦਾ ਪੱਧਰ ਇਕ ਲੱਖ 80 ਹਜਾਰ ਰੁਪਏ ਤਕ ਕੀਤੇ ਜਾਣ ਦੀ ਯੋਜਨਾ ਕੀਤੀ ਤਿਆਰ

0

ਸੁਖਜਿੰਦਰ ਮਾਨ
ਚੰਡੀਗੜ੍ਹ, 25 ਅਕਤੂਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂ੍ਹੇ ਦੇ 50 ਹਜਾਰ ਰੁਪਏ ਤਕ ਸਾਲਾਨਾ ਆਮਦਨ ਵਾਲੇ ਇਕ ਲੱਖ ਪਰਿਵਾਰਾਂ ਦੀ ਆਮਦਨ ਦਾ ਪੱਧਰ ਇਕ ਲੱਖ 80 ਹਜਾਰ ਰੁਪਏ ਤਕ ਕੀਤੇ ਜਾਣ ਦੀ ਯੋਜਨਾ ਤਿਆਰ ਕੀਤੀ ਹੈ। ਜਿਸ ਦਾ ਨਾਂਅ ਮੁੱਖ ਮੰਤਰੀ ਅੰਤੋਂਦੇਯ ਪਰਿਵਾਰ ਯੋਜਨਾ ਹੈ।
ਨਵੀਂ ਦਿੱਲੀ ਵਿਚ ਆਯੋਜਿਤ ਕੌਮਾਂਤਰੀ ਵੈਸ਼ਅ ਮਹਾਸਮੇਲਨ ਦੀ ਸ਼ਾਮ ਦੇ ਸੈਸ਼ਨ ਵਿਚ ਅਭਿਨੰਦਰ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸਮਾਜ ਦੇ ਵਾਂਝੇ ਵਰਗ ਦੇ ਉਥਾਨ ਤੇ ਭਲਾਈ ਲਈ ਵੈਸ਼ਅ ਸਮਾਜ ਤੋਂ ਸਰਗਰਮ ਯੋਗਦਾਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵੈਸ਼ਅ ਸਮਾਜ ਨੇ ਵਪਾਰ, ਕਾਰੋਬਾਰ ਤੇ ਉਦਯੋਗ ਨੂੰ ਵਿਸਤਾਰ ਦੇ ਕੇ ਦੇਸ਼ ਦੀ ਅਰਥਵਿਵਸਥਾ ਵਿਚ ਮਹਤੱਵਪੂਰਣ ਯੋਗਦਾਨ ਦਿੱਤਾ।
ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਰਾਜ ਵਿਚ 11 ਲੱਖ ਪਰਿਵਾਰਾਂ ਦੀ ਸਾਲਾਨਾ ਆਮਦਨ 50 ਹਜਾਰ ਰੁਪਏ ਤਕ ਹੈ। ਪ੍ਰਾਥਮਿਕ ਯਤਨਾਂ ਦੀ ਦਿਸ਼ਾ ਵਿਚ 50 ਹਜਾਰ ਰੁਪਏ ਸਾਲਾਨਾ ਆਮਦਨ ਵਾਲੇ 11 ਲੱਖ ਪਰਿਵਾਰਾਂ ਵਿੱਚੋਂ ਸ਼ੁਰੂ ਵਿਚ ਇਕ ਲੱਖ ਪਰਿਵਾਰਾਂ ਦੀ ਆਮਦਨ ਦਾ ਪੱਧਰ 1 ਲੱਖ 80 ਹਜਾਰ ਰੁਪਏ ਤਕ ਕੀਤੇ ਜਾਣ ਦੀ ਮੁੱਖ ਮੰਤਰੀ ਅੰਤੋਂਦੇਯ ਪਰਿਵਾਰ ਯੋਜਨਾ ਦੇ ਤਹਿਤ ਯੋਜਨਾ ਤਿਆਰ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਵੱਲੋਂ ਪ੍ਰਸ਼ਸਤ ਕੀਤੇ ਗਏ ਮਾਰਗ ਦਾ ਅਨੁਸਰਣ ਕਰਦੇ ਹੋਏ ਵੈਸ਼ਅ ਸਮਾਜ ਨੇ ਸਦਾ ਸਮਾਜ ਦੇ ਵਾਂਝੇ ਵਰਗ ਦੇ ਉਥਾਨ ਵਿਚ ਆਪਣਾ ਯੋਗਦਾਨ ਕੀਤਾ ਹੈ। ਸਰਕਾਰ ਵੀ ਸੱਭਕਾ ਸਾਥ-ਸੱਭਕਾ ਵਿਕਾਸ-ਸੱਭਕਾ ਵਿਸ਼ਵਾਸ-ਸੱਭਕਾ ਪ੍ਰਯਾਸ ਦੇ ਸਿਦਾਂਤ ‘ਤੇ ਅੱਗੇ ਵੱਧਦੇ ਹੋਏ ਵਿਕਾਸ ਨੂੰ ਨਵੀਂ ਦਿਸ਼ਾਵਾਂ ਦੇ ਰਹੇ ਹਨ।
ਕੌਮਾਂਤਰੀ ਵੈਸ਼ਅ ਮਹਾਸਮੇਲਨ ਨੂੰ ਸੰਬੋਧਿਤ ਕਰਦੇ ਹੋਏ ਹਰਿਆਣਾ ਵਿਧਾਨਸਭਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੌਮਾਂਤਰੀ ਵੈਸ਼ਯ ਫੈਡਰੇਸ਼ਨ ਵੱਲੋਂ ਸਮਾਜ ਸੇਵਾ ਦਾ ਕਾਰਜ ਸੇਵਾਭਾਵ ਤੋਂ ਅੱਗੇ ਵਧਾਇਆ ਜਾ ਰਿਹਾ ਹੈ। ਜਿਸ ਤਰ੍ਹਾ ਨਾਲ ਕਿਸਾਨ ਵਰਗ ਅਨਾਜ ਉਤਪਨ ਕਰ ਸਾਰਿਆਂ ਦਾ ਪੋਸ਼ਣ ਕਰਦਾ ਹੈ, ਉਸੀ ਤਰ੍ਹਾ ਨਾਲ ਵੈਸ਼ਯ ਸਮਾਜ ਦੇਸ਼ ਦੀ ਅਰਥਵਿਵਸਥਾ ਦਾ ਪੋਸ਼ਣ ਕਰਦਾ ਹੈ।
ਅਭਿਨੰਦਨ ਸਮਾਰੋਹ ਵਿਚ ਕੌਮਾਂਤਰੀ ਵੈਸ਼ਯ ਫੈਡਰੇਸ਼ਨ ਵੱਲੋਂ ਵੈਸ਼ਅ ਸਮਾਜ ਦੇ ਮਾਣਯੋਗਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦਾ ਪੱਗ ਤੇ ਸ਼ਾਲ ਨਾਲ ਪਰੰਪਰਾਗਤ ਢੰਗ ਨਾਲ ਅਭਿਨੰਦਰ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਨੇ ਨਾਗਰਿਕ ਸੇਵਾ ਪ੍ਰੀਖਿਆ ਪਾਸ ਕਰਨ ਵਾਲੇ ਵੈਸ਼ਯ ਸਮਾਜ ਦੇ ਵੱਖ-ਵੱਖ ਨੌਜੁਆਨਾਂ ਨੂੰ ਸਨਮਾਨਿਤ ਕੀਤਾ। ਅਭਿਨੰਦਰ ਸਮਾਰੋਹ ਵਿਚ ਵਿਧਾਇਕ ਸ੍ਰੀ ਨਰੇਂਦਰ ਗੁਪਤਾ ਮੌਜੂਦ ਰਹੇ। ਅਭਿਨੰਦਨ ਸਮਾਰੋਹ ਵਿਚ ਸਾਂਸਦ ਟੀਜੀ ਵੰਕਟੇਸ਼, ਕੌਮਾਂਤਰੀ ਵੈਸ਼ਯ ਫੈਡਰੇਸ਼ਨ ਦੇ ਚੇਅਰਮੈਨ ਅਸ਼ੋਕ ਅਗਰਵਾਲ, ਓਮੈਕਸ ਦੇ ਚੇਅਰਮੈਨ ਰੋਹਤਾਸ ਗੋਇਲ, ਸ੍ਰੀਸ਼ਾਮ ਜਾਜੂ, ਰੋਹਤਕ ਨਗਰ ਨਿਗਮ ਦੇ ਮੇਅਰ ਮਨਮੋਹਨ ਗੋਇਲ, ਜਗਮੋਹਨ ਗੋਇਲ ਮੌਜੂਦ ਰਹੇ।

ਮਾਨਸਾ ਦੇ ਸਰਬਪੱਖੀ ਵਿਕਾਸ ਲਈ ਹਰ 15 ਦਿਨਾਂ ਬਾਅਦ ਕੀਤੀ ਜਾਵੇਗੀ ਸਮੀਖਿਆ ਮੀਟਿੰਗ: ਰਾਜਾ ਵੜਿੰਗ

ਅਧਿਕਾਰੀਆਂ ਅਤੇ ਵੱਖ-ਵੱਖ ਨੁਮਾਇੰਦਿਆਂ ਨਾਲ ਵਿਸਥਾਰਤ ਮੀਟਿੰਗ
ਜ਼ਿਲ੍ਹਾ ਪੁਲਿਸ ਨੇ ਦਿੱਤੀ “ਗਾਰਡ ਆਫ਼ ਆਨਰ”
ਸੁਖਜਿੰਦਰ ਮਾਨ
ਮਾਨਸਾ, 25 ਅਕਤੂਬਰ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ 15 ਦਿਨ ਬਾਅਦ ਸਮੀਖਿਆ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹਰੇਕ ਨੁਮਾਇੰਦੇ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ।
ਸ਼੍ਰੀ ਵੜਿੰਗ ਨੇ ਕਿਹਾ ਕਿ ਜਿਥੇ ਟਰਾਂਸਪੋਰਟ ਵਿਭਾਗ ਦੀ ਸਮੁੱਚੀ ਕਾਰਜਸ਼ੈਲੀ ਦਾ ਯੋਜਨਾਬੱਧ ਤਰੀਕੇ ਨਾਲ ਸੁਧਾਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਮਾਨਸਾ ਜ਼ਿਲ੍ਹੇ ਵਿੱਚ ਹਰੇਕ ਕਿਸਮ ਦੀਆਂ ਸੁਵਿਧਾਵਾਂ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਢੁਕਵੇਂ ਕਦਮ ਚੁੱਕ ਰਹੇ ਹਨ।
ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੂੰ ਆਖਿਆ ਕਿ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਨਿਯਮਤ ਤੌਰ ਉੱਤੇ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਬਕਾਇਆ ਕੰਮਾਂ ਬਾਰੇ ਜਾਇਜ਼ਾ ਲਿਆ ਜਾਵੇਗਾ।
ਕੈਬਨਿਟ ਮੰਤਰੀ ਸ੍ਰੀ ਵੜਿੰਗ, ਜਿਨ੍ਹਾਂ ਨੂੰ ਮਾਨਸਾ ਜ਼ਿਲ੍ਹੇ ਦਾ ਇੰਚਾਰਜ ਵੀ ਲਗਾਇਆ ਗਿਆ ਹੈ, ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਿਹਤ, ਸਿੱਖਿਆ ਸਮੇਤ ਹੋਰ ਸੁਵਿਧਾਵਾਂ, ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਉਹ ਲੈਂਦੇ ਰਹਿਣਗੇ ਅਤੇ ਸਰਕਾਰੀ ਕੰਮ-ਕਾਜ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੀਟਿੰਗ ਦੌਰਾਨ ਵੱਖ-ਵੱਖ ਨੁਮਾਇੰਦਿਆਂ ਨੇ ਸੀਵਰੇਜ, ਸਫਾਈ, ਸੜਕਾਂ, ਮੋਟਰ ਕੁਨੈਕਸ਼ਨਾਂ, ਮਗਨਰੇਗਾ ਆਦਿ ਸਬੰਧੀ ਦਰਪੇਸ਼ ਮਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕੈਬਨਿਟ ਮੰਤਰੀ ਨੇ ਇਨ੍ਹਾਂ ਮਸਲਿਆਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।
ਇਸ ਦੌਰਾਨ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪ੍ਰੇਮ ਮਿੱਤਲ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਵਾਈਸ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਰਾਮ ਸਿੰਘ ਸਰਦੂਲਗੜ੍ਹ, ਸੀਨੀਅਰ ਆਗੂ ਡਾ. ਮੰਜੂ ਬਾਂਸਲ, ਸੀਨੀਅਰ ਆਗੂ ਰਣਜੀਤ ਕੌਰ ਭੱਟੀ, ਪ੍ਰਧਾਨ ਨਗਰ ਕੌਂਸਲ ਮਾਨਸਾ ਸ੍ਰੀਮਤੀ ਜਸਵੀਰ ਕੌਰ, ਪ੍ਰਧਾਨ ਨਗਰ ਪੰਚਾਇਤ ਭੀਖੀ ਵਿਨੋਦ ਸਿੰਗਲਾ ਅਤੇ ਕਾਂਗਰਸੀ ਆਗੂ ਚੁਸ਼ਪਿੰਦਰਬੀਰ ਚਹਿਲ, ਗੁਰਪ੍ਰੀਤ ਸਿੰਘ ਵਿੱਕੀ, ਕੁਲਵੰਤ ਰਾਏ ਸਿੰਗਲਾ, ਮਾਈਕਲ ਗਾਗੋਵਾਲ, ਬਲਵਿੰਦਰ ਨਾਰੰਗ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਐਸ.ਪੀ. ਸੰਦੀਪ ਕੁਮਾਰ ਗਰਗ, ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਜੇ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਸਨ।

ਬਾਬਾ ਫ਼ਰੀਦ ਕਾਲਜ ਦੇ ਕਾਮਰਸ ਵਿਭਾਗ ਵਲੋਂ ਫਰੈਸ਼ਰ ਪਾਰਟੀ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 25 ਅਕਤੂਬਰ: ਬਾਬਾ ਫ਼ਰੀਦ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਐਮ.ਕਾਮ. ਪਹਿਲਾ ਸਾਲ ਅਤੇ ਬੀ.ਕਾਮ. ਪਹਿਲਾ ਸਾਲ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ‘ਆਗਮਨ‘ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਨਵੇਂ ਆਏ ਵਿਦਿਆਰਥੀਆਂ ਨੂੰ ਇਸ ਪਾਰਟੀ ਰਾਹੀਂ ਆਪਣੀ ਪ੍ਰਤਿਭਾ ਅਤੇ ਹੋਰ ਹੁਨਰ ਦਿਖਾਉਣ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਲਈ ਖ਼ਾਸ ਤੌਰ ਤੇ ਮਾਡਲਿੰਗ ਦਾ ਰਾਊਂਡ ਵੀ ਕਰਵਾਇਆ ਗਿਆ। ਕਾਲਜ ਦੇ ਪਿ੍ਰੰਸੀਪਲ, ਡੀਨ, ਵਿਭਾਗ ਮੁਖੀ, ਫੈਕਲਟੀ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਤੋਂ ਹੋਰ ਬਹੁਤ ਸਾਰੀਆਂ ਸ਼ਖ਼ਸੀਅਤਾਂ ਨੇ ਇਸ ਪਾਰਟੀ ਵਿੱਚ ਸ਼ਿਰਕਤ ਕੀਤੀ। ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਇਸ ਪਾਰਟੀ ਦੇ ਸ਼ਾਨਦਾਰ ਅਤੇ ਸੁਚੱਜੇ ਪ੍ਰਬੰਧ ਲਈ ਸਮੁੱਚੇ ਕਾਮਰਸ ਵਿਭਾਗ ਨੂੰ ਵਧਾਈ ਦਿੱਤੀ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ।

ਕਿਸਾਨ ਆਗੂ ਨੇ ਲਗਾਇਆ ਕੈਪਟਨ ’ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦਾ ਦੋਸ਼

0

ਸੁਖਜਿੰਦਰ ਮਾਨ
ਬਠਿੰਡਾ, 25 ਅਕਤੂਬਰ: ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੈਪਟਨ ਅਮਰਿੰਦਰ ਸਿੰਘ ਉਪਰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਅਤੇ ਖਿਡਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਡੱਲੇਵਾਲ ਨੇ ਸਾਬਕਾ ਮੁੱਖ ਮੰਤਰੀ ਨੂੰ ਚੁਣੌਤੀ ਦਿੰਦਿਆਂ ਮੰਗ ਕੀਤੀ ਕਿ ‘‘ ਜਿਸ ਤਰ੍ਹਾਂ ਉਹ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦੀ 13 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਹੋਈ ਹੈ, ਉਸ ਨੂੰ ਉਹ ਜਨਤਕ ਕਰਨ ਕਿ ਕਿਸ ਜੱਥੇਬੰਦੀ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਪਹਿਲਾਂ ਤੋਂ ਹੀ ਇਹ ਕਹਿੰਦੇ ਆ ਰਹੇ ਹਨ ਕਿ ਪੰਜਾਬ ਦੀਆ ਰਾਜਨੀਤਿਕ ਧਿਰਾਂ ਇਸ ਅੰਦੋਲਨ ਦੇ ਅੰਦਰੋ ਖਿਲਾਫ ਨੇ ਕਿਉਂਕਿ ਉਹਨਾਂ ਨੂੰ ਇਸ ਦੇ ਵਿੱਚੋਂ ਇਹਨਾਂ ਦਾ ਆਪਣਾ ਭਵਿੱਖ ਧੁੰਦਲਾ ਹੁੰਦਾ ਦਿਖਾਈ ਦੇ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣਾ ਤੇ ਐਮਐਸਪੀ ਦੀ ਗਾਰੰਟੀ ਲੈਣਾ ਕਿਸਾਨ ਸੰਘਰਸ਼ ਦਾ ਮੁੱਖ ਮੁੱਦਾ ਹੈ ਤੇ ਕੋਈ ਸਿਆਸੀ ਇਹ ਨਾ ਸੋਚੇ ਕਿ ਕਿਸਾਨ ਕੋਈ ਵਿਚਕਾਰਲਾ ਰਾਸਤਾ ਅਪਣਾ ਲੈਣਗੇ।

ਬਠਿੰਡਾ ’ਚ ਕਿਸਾਨਾਂ ਨੇ ਅਣਮਿਥੇ ਸਮੇਂ ਲਈ ਘੇਰਿਆਂ ਮਿੰਨੀ ਸਕੱਤਰੇਤ

0

ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦੀ ਫ਼ਸਲ ਦਾ ਮੰਗ ਰਹੇ ਹਨ ਮੁਆਵਜ਼ਾ
ਸੁਖਜਿੰਦਰ ਮਾਨ
ਬਠਿੰਡਾ, 25 ਅਕਤੂਬਰ : ਪਿਛਲੇ ਕਰੀਬ ਇੱਕ ਮਹੀਨੇ ਤੋਂ ਗੁਲਾਬੀ ਸੁੰਡੀ ਨਾਲ ਤਬਾਹ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਲੈਣ ਸੰਘਰਸ਼ ਕਰ ਰਹੇ ਹਜ਼ਾਰਾਂ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ‘ਤੇ ਸਥਾਨਕ ਡੀਸੀ ਕੰਪਲੈਕਸ ਦਾ ਅਣਮਿਥੇ ਸਮੇਂ ਲਈ ਘਿਰਾਓ ਸ਼ੁਰੂ ਕਰ ਦਿੱਤਾ। ਅਪਣੇ ਤੈਅਸੁਦਾ ਪ੍ਰੋਗਰਾਮ ਤਹਿਤ ਮਾਲਵਾ ਪੱਟੀ ਦੇ ਕਰੀਬ ਪੌਣੀ ਦਰਜ਼ਨ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੇ ਕਿਸਾਨਾਂ ਨੂੰ ਰੋਕਣ ਲਈ ਬੇਸ਼ੱਕ ਪੁਲਿਸ ਵਲੋਂ ਵੱਡੀ ਪੱਧਰ ’ਤੇ ਬੈਰੀਗੇਡਿੰਗ ਅਤੇ ਮੁਲਾਜਮ ਤੈਨਾਤ ਕੀਤੇ ਹੋਏ ਸਨ ਪੰ੍ਰਤੂ ਕਿਸਾਨਾਂ ਦੇ ਜੋਸ਼ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਪਿੱਛੇ ਹਟਣਾ ਹੀ ਮੁਨਾਸਬ ਸਮਝਿਆ। ਜਿਸਤੋਂ ਬਾਅਦ ਕਿਸਾਨਾਂ ਨੇ ਸਕੱਤਰੇਤ ਦੇ ਚਾਰੇ ਗੇਟਾਂ ਨੂੰ ਘੇਰ ਲਿਆ ਤੇ ਅਪਣਾ ਧਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਮਿੰਨੀ ਸਕੱਤਰੇਤ ਦੇ ਅੰਦਰ ਮੌਜੂਦ ਕਰਮਚਾਰੀ ਪੂਰੀ ਤਰ੍ਹਾਂ ਅੰਦਰ ਬੰਦ ਹੋ ਗਏ ਤੇ ਕਈ ਕੰਧਾਂ ਟੱਪ ਕੇ ਬਾਹਰ ਜਾਂਦੇ ਦੇਖੇ ਗਏ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ,ਜਨਕ ਸਿੰਘ ਭੁਟਾਲ, ਸੰਿਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਪਰਮਜੀਤ ਕੌਰ ਬੌਡੇ,ਰਾਜ ਕੌਰ ਕੋਟਦੁੱਨਾ, ਸੁਖਜੀਤ ਕੌਰ ਬੁੱਕਣਵਾਲਾ, ਗੁਰਮੀਤ ਕੌਰ ਭੋਤਨਾ, ਮਾਲਣ ਕੌਰ ਕੋਠਾਗੁਰੂ,ਸਰੋਜ ਰਾਣੀ ਦਿਆਲਪੁਰਾ, ਸੁਖਜੀਤ ਕੌਰ ਚੱਕ ਫਤਹਿ ਸਿੰਘ ਵਾਲਾ, ਸੁਰਿੰਦਰ ਕੌਰ ਘੱਗਾ, ਗੁਰਮੇਲ ਕੌਰ ਭੂਤਗੜ੍ਹ ਨੇ ਪੰਜਾਬ ਦੀ ਕਾਂਗਰਸ ਚੰਨੀ ਸਰਕਾਰ ‘ਤੇ ਦੋਸ ਲਾਇਆ ਕਿ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦਾ ਪੂਰਾ ਢੁੱਕਵਾਂ ਮੁਆਵਜਾ ਲੈਣ ਲਈ 15 ਦਿਨਾਂ ਤੱਕ ਖਜਾਨਾ ਮੰਤਰੀ ਦੇ ਬੰਗਲੇ ਦੇ ਘਿਰਾਓ ਨੂੰ ਨਜਰਅੰਦਾਜ ਕਰਕੇ ਮੁਜਰਮਾਨਾ ਚੁੱਪ ਧਾਰੀ ਰੱਖੀ। ਸੱਚੇ ਹੋਣ ਲਈ ਰੱਖੀ ਅਫਸਰਸਾਹੀ ਦੀ ਮੀਟਿੰਗ ਵਿੱਚ ਵੀ ਕਿਸਾਨ ਆਗੂਆਂ ਦੇ ਪੱਲੇ ਮਖੌਲਾਂ ਤੋਂ ਸਿਵਾ ਕੁੱਝ ਨਹੀਂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਅੰਤ ਕਿਸਾਨਾਂ ਨੂੰ ਮਜਬੂਰ ਹੋ ਕੇ ਸਰਕਾਰ ਦੀ ਇਸ ਮੁਜਰਮਾਨਾ ਚੁੱਪ ਨੂੰ ਤੋੜਨ ਲਈ ਸਕੱਤਰੇਤ ਦਾ ਕੰਮਕਾਜ ਠੱਪ ਕਰਨਾ ਪਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਕਿਸਾਨ ਸੰਘਰਸ ਦੀ ਮੰਗ ਹੈ ਕਿ ਨਰਮੇ ਅਤੇ ਝੋਨੇ ਤਬਾਹੀ ਤੋਂ ਪੀੜਤ ਕਿਸਾਨਾਂ ਨੂੰ 60000 ਰੁਪਏ ਪ੍ਰਤੀ ਏਕੜ ਅਤੇ ਨਰਮੇ ਵਾਲੇ ਪਿੰਡਾਂ ਦੇ ਖੇਤ ਮਜਦੂਰਾਂ ਨੂੰ 30000 ਰੁਪਏ ਪ੍ਰਤੀ ਪ੍ਰਵਾਰ ਮੁਆਵਜਾ ਦਿੱਤਾ ਜਾਵੇ। ਬੁਲਾਰਿਆਂ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਮੁਤਾਬਕ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਮੁਲਕ ਪੱਧਰੇ ਕਿਸਾਨ ਘੋਲ ਨੂੰ ਅੱਗੇ ਵਧਾਉਂਦਿਆਂ ਕੱਲ੍ਹ 26 ਅਕਤੂਬਰ ਨੂੰ ਪੰਜਾਬ ਦੇ ਸਾਰੇ ਪੱਕੇ ਮੋਰਚਿਆਂ ਤੋਂ ਇਲਾਵਾ ਡੀ ਸੀ/ਐਸ ਡੀ ਐਮ ਦਫਤਰਾਂ ਅੱਗੇ ਧਰਨੇ ਲਾਏ ਜਾਣਗੇ। ਬੁਲਾਰਿਆਂ ਨੇ ਸਮੂਹ ਕਿਸਾਨਾਂ ਮਜਦੂਰਾਂ ਨੂੰ ਸੱਦਾ ਦਿੱਤਾ ਕਿ ਇਸ ਘਿਰਾਓ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਲਾਮਬੰਦ ਕਰਕੇ ਸਾਮਲ ਕੀਤਾ ਜਾਵੇ।

ਜਿਆਦਾਤਰ ਅਧਿਕਾਰੀ ਰਹੇ ਗੈਰਹਾਜ਼ਰ
ਬਠਿੰਡਾ: ਉਧਰ ਕਿਸਾਨਾਂ ਦੇ ਇਸ ਤੈਅਸ਼ੁਦਾ ਪ੍ਰੋਗਰਾਮ ਨੂੰ ਧਿਆਨ ਵਿਚ ਰੱਖਦਿਆਂ ਅਜ ਮਿੰਨੀ ਸਕੱਤਰੇਤ ਵਿਚ ਕਾਂ ਬੋਲਦੇ ਰਹੇ। 90 ਫ਼ੀਸਦੀ ਤੋਂ ਵੱਧ ਉਚ ਅਧਿਕਾਰੀ ਅਪਣੇ ਦਫ਼ਤਰਾਂ ਵਿਚ ਗੈਰ ਹਾਜ਼ਰ ਦੇਖੇ ਗਏ ਜਦੋਂਕਿ ਹੇਠਲੇ ਪੱਧਰ ਦੇ ਕਰਮਚਾਰੀ 70 ਫ਼ੀਸਦੀ ਤਕ ਹਾਜ਼ਰ ਰਹੇ ਹਾਲਾਂਕਿ ਉਨ੍ਹਾਂ ਵਲੋਂ ਵੀ ਕੰਮਛੋੜ ਹੜਤਾਲ ਸ਼ੁਰੂ ਕੀਤੀ ਹੋਈ ਹੈ।

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਦੀ ਚੋਣ ਹੋਈ

0

ਸੁਖਜਿੰਦਰ ਮਾਨ
ਬਠਿੰਡਾ, 25 ਅਕਤੂਬਰ : ਇੱਥੇ ਜਾਰੀ ਇੱਕ ਬਿਆਨ ਵਿਚ ਵੀਰਪਾਲ ਸਿੰਘ ਸਕੱਤਰ ਸੱਬ ਕਮੇਟੀ ਸਿਵਲ ਹਸਪਤਾਲ ਨੇ ਦਸਿਆ ਕਿ ਸਿਵਲ ਹਸਪਤਾਲ ਬਠਿੰਡਾ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੀ ਚੋਣ ਜਿਲਾ ਆਗੂ ਮਨਜੀਤ ਸਿੰਘ, ਜਿਲ੍ਹਾ ਪ੍ਰਧਾਨ ਐਸ.ਐਸ.ਯਾਦਵ, ਜਿਲ੍ਹਾ ਵਿੱਤ ਸਕੱਤਰ ਪ੍ਰੇਮ ਕੁਮਾਰ ਪ੍ਰਧਾਨ ਸਬ ਕਮੇਟੀ ਆਈ.ਟੀ.ਆਈ ਬਠਿੰਡਾ ਦੀ ਪ੍ਰਧਾਨਗੀ ਹੇਠ ਸਰਬ ਸਮੰਤੀ ਨਾਲ ਹੋਈ। ਜਿਸ ਵਿਚ ਪ੍ਰਧਾਨ ਸੱਤਪਾਲ ਸਿੰਘ ,ਸੀਨੀਅਰ ਮੀਤ ਪ੍ਰਧਾਨ -ਗੋਪਾਲ ਰਾਏ,ਮੀਤ ਪ੍ਰਧਾਨ -ਹਰੀ ਓਮ, ਖਜਾਨਚੀ- ਸਿਕੰਦਰ ਸਿੰਘ,ਸਕੱਤਰ – ਵੀਰਪਾਲ ਸਿੰਘ,ਸਹਾਇਕ ਸਕੱਤਰ-ਸੁਖਵੰਤ ਸਿੰਘ,ਜਥੇਬੰਧਕ ਸਕੱਤਰ-ਪਵਨ ਕੁਮਾਰ ਪ੍ਰਚਾਰ ਸਕੱਤਰ ਰਾਜ ਸਿੰਘ, ਰਾਮ ਸਿੰਘ ਸਲਾਹਕਾਰ ਕਨਵਰ ਲਾਲ, ਕਾਰਜਕਾਰੀ ਮੈਂਬਰ-ਇਤਵਾਰੀ ਲਾਲ ,ਮਨੀਸ਼ ਕੁਮਾਰ, ਸੁਖਵੀਰ ਸਿੰਘ ਚੁਣੇ ਗਏ।

ਮਲੂਕਾ ਵੱਲੋਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਰਲ ਕੇ ਕਿਸਾਨਾਂ ਦੀ ਬਾਂਹ ਫੜਨ ਦਾ ਸੱਦਾ

0

ਸੁਖਜਿੰਦਰ ਮਾਨ
ਬਠਿੰਡਾ, 25 ਅਕਤੂੁਬਰ: ਸੂਬਾ ਸਰਕਾਰ ਅਤੇ ਵਿਸ਼ੇਸ਼ ਤੌਰ ਤੇ ਮੁੱਖ ਮੰਤਰੀ ਨੂੰ ਪਾਰਕਾਂ ਦੇ ਨੀਂਹ ਪੱਥਰ ਤੇ ਹੋਰ ਪ੍ਰਾਜੈਕਟ ਜਾਂ ਗੈਰ ਜਰੂਰੀ ਗਤੀਵਿਧੀਆਂ ਨੂੰ ਛੱਡ ਕੇ ਨਰਮੇ ਅਤੇ ਝੋਨੇ ਦੇ ਹੋਏ ਨੁਕਸਾਨ ਦੀ ਭਰਪਾਈ ਵੱਲ ਧਿਆਨ ਦੇਣਾ ਚਾਹੀਦਾ ਹੈ। ਸਾਬਕਾ ਪੰਚਾਇਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਨਰਮੇ ਤੋਂ ਬਾਅਦ ਝੋਨੇ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਤੁਰੰਤ ਅਦਾਇਗੀ ਦੀ ਮੰਗ ਕਰਦਿਆਂ ਕੀਤਾ ਕਿਹਾ ਕਿ ਮਾਲਵਾ ਖੇਤਰ ਦਾ ਕਿਸਾਨ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪਹਿਲਾਂ ਹੀ ਆਰਥਿਕ ਤੌਰ ਤੇ ਝੰਬਿਆ ਗਿਆ ਹੈ ਹੁਣ ਬੇ ਮੌਸਮੀ ਬਰਸਾਤ ਨੇ ਸੂਬੇ ਦੇ ਕਈ ਖਿੱਤਿਆਂ ਵਿੱਚ ਝੋਨੇ ਦਾ ਭਾਰੀ ਨੁਕਸਾਨ ਕੀਤਾ ਹੈ। ਮੁੱਖ ਮੰਤਰੀ ਵੱਲੋਂ ਨਰਮੇ ਦੇ ਨੁਕਸਾਨ ਦਾ ਜਾਇਜਾ ਲਏ ਨੂੰ ਤਕਰੀਬਨ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਹਾਲੇ ਤੱਕ ਕਿਸੇ ਵੀ ਕਿਸਾਨ ਨੂੰ ਮੁਆਵਜਾ ਨਹੀਂ ਦਿੱਤਾ ਗਿਆ। ਝੋਨੇ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਵੀ ਸਰਕਾਰ ਨੂੰ ਤੁਰੰਤ ਜਰੂਰੀ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ ਇਸ ਤੋਂ ਇਲਾਵਾ ਸੂਬੇ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਨ ਵਾਲਿਆਂ ਨੂੰ ਵੀ ਮੁਆਵਜਾ ਦਿੱਤਾ ਜਾਣਾ ਚਾਹੀਦਾ ਹੈ । ਮਲੂਕਾ ਨੇ ਮੰਗ ਕੀਤੀ ਕਿ ਮੰਡੀਆਂ ਵਿਚ ਫਸਲਾਂ ਦੀ ਸੰਭਾਲ ਲਈ ਪੁਖਤਾ ਪ੍ਰਬੰਧਾਂ ਦੇ ਨਾ ਹੋਣ ਦਾ ਨੁਕਸਾਨ ਕਿਸਾਨਾਂ ਦੇ ਸਿਰ ਨਹੀਂ ਪੈਣਾ ਚਾਹੀਦਾ। ਮਲੂਕਾ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਇਕੱਠੇ ਹੋ ਕੇ ਕੇਂਦਰ ਤੋਂ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕਰਨੀ ਚਾਹੀਦੀ ਹੈ ਕਿਉਂਕਿ ਸੂਬਾ ਸਰਕਾਰ ਝੋਨਾ ਜਾਂ ਨਰਮੇ ਦਾ 12 ਤੋਂ 15 ਹਜਾਰ ਤਕ ਹੀ ਮੁਆਵਜਾ ਦੇ ਸਕਦੀ ਹੈ ਤੇ ਕੇਂਦਰ ਸਰਕਾਰ ਦੀ ਮਦਦ ਬਿਨਾਂ ਕਿਸਾਨਾਂ ਨੂੰ ਵਾਜਬ ਮੁਆਵਜ਼ਾ ਨਹੀਂ ਦਿੱਤਾ ਜਾ ਸਕਦਾ। ਮਲੂਕਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਦਾ ਸਾਂਝਾਂ ਵਫ਼ਦ ਲੈ ਕੇ ਕਿਸਾਨਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਦਾ ਬੂਹਾ ਖੜਕਾਉਣ । ਇਸ ਮੌਕੇ ਜਥੇਦਾਰ ਸਤਨਾਮ ਸਿੰਘ ਭਾਈਰੂਪਾ ਸਾਬਕਾ ਚੇਅਰਮੈਨ ਗਗਨਦੀਪ ਗਰੇਵਾਲ ਰਾਕੇਸ਼ ਗੋਇਲ ਭਗਤਾ ਡਾ ਜਸਪਾਲ ਸਿੰਘ ਦਿਆਲਪੁਰਾ ਜਗਮੋਹਣ ਭਗਤਾ ਸੁਖਜਿੰਦਰ ਖਾਨਦਾਨ ਜਗਸੀਰ ਪੰਨੂ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਹਾਜਰ ਸਨ।

ਸਾਬਕਾ ਵਿਧਾਇਕ ਦੇ ਕਾਫਲੇ ਵਿਚ ਜੁੜੇ ਨੌਜੁਆਨਾਂ ਨੇ ਦਿੱਤਾ ਸਹਿਯੋਗ ਦਾ ਭਰੋਸਾ

0

ਸੁਖਜਿੰਦਰ ਮਾਨ
ਬਠਿੰਡਾ 25 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ ਦੇ ਵਿਧਾਨ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਕਾਫਲੇ ਵਿੱਚ ਨੌਜਵਾਨ ਜੁੜ ਰਿਹਾ ਹੈ ਤੇ ਬੀਤੇ ਦਿਨ ਵੱਡੀ ਗਿਣਤੀ ਵਿਚ ਨੌਜਵਾਨ ਨਵਦੀਪ ਗਰਗ, ਰਾਣਾ ਠਾਕੁਰ, ਰੈਂਬੋ ਅਤੇ ਜੀਤਾ ਦੀ ਅਗਵਾਈ ਵਿਚ ਸਿੰਗਲਾ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਨੌਜਵਾਨਾਂ ਨੂੰ ਵਿਸ਼ਵਾਸ ਦੁਆਇਆ ਕਿ ਨੌਜਵਾਨ ਪੰਜਾਬ ਦਾ ਭਵਿੱਖ ਹਨ ਤੇ ਇਸ ਰੌਸ਼ਨ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ ਦੀ ਸਰਕਾਰ ਬਣਨ ਤੇ ਰੁਜਗਾਰ ਦੇ ਸਾਧਨ ਮੁਹੱਈਆ ਹੋਣਗੇ ਤੇ ਢੁੱਕਵੀਂ ਨੁਮਾਇੰਦਗੀ ਦਿੱਤੀ ਜਾਵੇਗੀ। ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਦੋਸ਼ ਲਾਏ ਕਿ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਪੰਜਾਬ ਦਾ ਕਾਰੋਬਾਰ ਬਰਬਾਦ ਕਰਕੇ ਰੱਖ ਦਿੱਤਾ ਹੈ, ਨੌਜਵਾਨਾਂ ਲਈ ਰੁਜਗਾਰ ਦੇ ਕੋਈ ਸਾਧਨ ਮੁਹੱਈਆ ਨਹੀਂ ਕਰਵਾਏ ,ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੱਖਰਾ ਚੋਣ ਮੈਨੀਫੈਸਟੋ ਜਾਰੀ ਕਰਕੇ ਬਠਿੰਡਾ ਲਈ ਵੱਡੇ ਕਾਰਖਾਨੇ ਲਾਉਣ ਦੇ ਵਾਅਦੇ ਕੀਤੇ ਪਰ ਕੋਈ ਵਾਅਦਾ ਵਫ਼ਾ ਨਹੀਂ ਹੋਇਆ, ਬਲਕਿ ਪੰਜਾਬ ਅਤੇ ਬਠਿੰਡਾ ਨੂੰ ਲੁੱਟਣ ਅਤੇ ਲੋਕਾਂ ਨੂੰ ਕੁੱਟਣ ਦੇ ਸਿਵਾਏ ਕੋਈ ਕੰਮ ਨਹੀਂ ਕੀਤਾ, ਜਿਸ ਕਰਕੇ ਨੌਜਵਾਨਾਂ ਸਮੇਤ ਹਰ ਵਰਗ ਵਿਚ ਕਾਂਗਰਸ ਸਰਕਾਰ ਪ੍ਰਤੀ ਨਿਰਾਸ਼ਤਾ ਪਾਈ ਜਾ ਰਹੀ ਹੈ, ਜਿਸ ਦਾ ਖਮਿਆਜਾ ਕਾਂਗਰਸ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਦੀਨਵ ਸਿੰਗਲਾ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।

Our Visitor

1891429