ਸੁਖਜਿੰਦਰ ਮਾਨ
ਬਠਿੰਡਾ, 29 ਸਤੰਬਰ– ਗੁਲਾਬੀ ਸੁੰਡੀ ਕਰਕੇ ਨਰਮੇ ਦੀ ਫਸਲ ਦੇ ਹੋਏ ਖ਼ਰਾਬੇ ਦਾ ਮੁਆਵਜ਼ਾ ਲੈਣ ਅਤੇ ਨਕਲੀ ਕੀਟਨਾਸਕ ਦਵਾਈਆਂ ਤੇ ਬੀਜ ਵੇਚਣ ਵਾਲਿਆਂ ਵਿਰੁਧ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਵਿੱਢਣ ਦੀ ਵਿਉਂਤਬੰਦੀ ਕਰਨ ਲਈ ਅੱਜ ਸਥਾਨਕ ਗੁਰਦੂਆਰਾ ਹਾਜੀਰਤਨ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪੰਜ ਜ਼ਿਲ੍ਹਿਆਂ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ, ਮਾਨਸਾ ਦੇ ਇੰਦਰਜੀਤ ਸਿੰਘ ਝੱਬਰ , ਮੁਕਤਸਰ ਸਾਹਿਬ ਦੇ ਪ੍ਰਧਾਨ ਪੂਰਨ ਸਿੰਘ ਦੋਦਾ, ਫਾਜਿਲਕਾ ਦੇ ਪ੍ਰਧਾਨ ਗੁਰਭੇਜ ਸਿੰਘ ਰੋਹੀ ਵਾਲਾ ਅਤੇ ਫਰੀਦਕੋਟ ਤੋਂ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ ਨੇ ਕਿਹਾ ਕਿ ਇਸ ਵਾਰ ਗੁਲਾਬੀ ਸੁੰਡੀ ਨੇ ਨਰਮੇ ਦੀ ਫਸਲ ਦਾ 100% ਨੁਕਸਾਨ ਕਰ ਦਿੱਤਾ ਹੈ ਜਦੋਂਕਿ ਇਸਤੋਂ ਪਹਿਲਾਂ ਵੀ ਜਿਆਦਾ ਬਾਰਸ਼ ਕਾਰਨ ਨਰਮੇ ਦੀ ਫਸਲ ਖਰਾਬ ਹੋ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਪ੍ਰਤੀ ਏਕੜ 60 ਹਜ਼ਾਰ ਤੇ ਮਜਦੂਰਾਂ ਨੂੰ ਪ੍ਰਤੀ ਪ੍ਰਵਾਰ 30 ਹਜ਼ਾਰ ਦਾ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾਵੇ। ਇਸ ਸਬੰਧ ਵਿਚ ਡੀਸੀ ਦਫਤਰਾਂ ਅੱਗੇ ਧਰਨੇ ਦੇਣ ਅਤੇ ਨਰਮਾ ਪੱਟੀ ਦੇ ਪਿੰਡਾ ਚ ਝੰਡਾਂ ਮਾਰਚ ਕਰਨ ਦਾ ਫੈਸਲਾ ਵੀ ਕੀਤਾ ਗਿਆ। ਇਸਤੋਂ ਇਲਾਵਾ ਜਥੇਬੰਦੀ ਇੱਕ ਵਫ਼ਦ ਅੱਜ ਖੇਤੀ ਵਿਰੋਧੀ ਕਾਨੂੰਨਾਂ ਦੇ ਮੋਰਚੇ ਵਿੱਚ ਸਹੀਦ ਹੋਏ ਕਿਸਾਨਾਂ / ਮਜਦੂਰਾਂ ਦੇ ਵਾਰਸਾਂ ਨੂੰ ਮੁਆਵਜਾ ਅਤੇ ਨੌਕਰੀ ਦਿਵਾਉਣ ਲਈ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਵਿਚ ਏ. ਡੀ. ਸੀ. ਨੂੰ ਵੀ ਮਿਲਿਆ।
ਨਰਮੇ ਦੇ ਖ਼ਰਾਬੇ ਦਾ ਮੁਆਵਜ਼ਾ ਲੈਣ ਲਈ ਕਿਸਾਨ ਜਥੇਬੰਦੀ ਦੀ ਹੋਈ ਮੀਟਿੰਗ
ਗੁਲਾਬੀ ਸੁੰਡੀ ਦੇ ਹੋਏ ਖ਼ਰਾਬੇ ’ਚ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅਕਾਲੀ ਦਲ 3 ਨੂੰ ਕਰੇਗਾ ਬਠਿੰਡਾ ’ਚ ਮੁਜ਼ਾਹਰਾ
ਸੁਖਜਿੰਦਰ ਮਾਨ
ਬਠਿੰਡਾ, 29 ਸਤੰਬਰ – ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦੇ ਮੁਆਵਜੇ ਲਈ ਬਠਿੰਡਾ ਦੇ ਭਾਈ ਘਨ੍ਹੱਈਆ ਚੌਕ ਵਿਖੇ 3 ਅਕਤੂਬਰ ਨੂੰ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਅੱਜ ਇਸ ਮੁਜ਼ਾਹਰੇ ਦੀ ਤਿਆਰੀ ਸਬੰਧੀ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਸਾਬਕਾ ਐਮ.ਪੀ ਜਗਮੀਤ ਸਿੰਘ ਬਰਾੜ, ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ , ਸਰੂਪ ਚੰਦ ਸਿੰਗਲਾ , ਪ੍ਰਕਾਸ਼ ਸਿੰਘ ਭੱਟੀ ਤੇ ਦਰਸ਼ਨ ਸਿੰਘ ਕੋਟਫੱਤਾ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਤੇ ਜਨਰਲ ਸਕੱਤਰ ਮੋਹਿਤ ਗੁਪਤਾ ਨੇ ਦਸਿਆ ਕਿ ਸਾਰੇ ਵਿਧਾਨ ਸਭਾ ਹਲਕਿਆਂ ਵਿੱਚੋਂ ਵੱਡੀ ਗਿਣਤੀ ਵਿਚ ਕਿਸਾਨ ਅਤੇ ਪਾਰਟੀ ਵਰਕਰ ਮੁਜਾਹਰੇ ਵਿੱਚ ਸਾਮਲ ਹੋਣਗੇ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਖੇਤੀਬਾੜੀ ਮਹਿਕਮੇ ਦੀ ਨਲਾਇਕੀ ਅਤੇ ਮਿਲੀ ਭੁਗਤ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਮਾਨ ਨੇ ਦੱਸਿਆ ਕਿ ਇਸ ਮੁਜ਼ਾਹਰੇ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰਨ ਲਈ ਪਹੁੰਚੇਗੀ ।
ਆਪ ਵੱਲੋਂ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨਸਾ ਵਿਰੋਧੀ ਜਾਗਰੂਕਤਾ ਮਾਰਚ ਕੱਢਿਆ
ਸੁਖਜਿੰਦਰ ਮਾਨ
ਬਠਿੰਡਾ, 29 ਸਤੰਬਰ -ਸਹੀਦ ਏ ਆਜਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਰਾਜਨ ਦੀ ਅਗਵਾਈ ਹੇਠ ਨਸੇ ਵਿਰੋਧੀ ਜਾਗਰੂਕਤਾ ਮਾਰਚ ਕੱਢਿਆ ਗਿਆ। ਇਹ ਮਾਰਚ ਸਥਾਨ ਖੇਡ ਸਟੇਡੀਅਮ ਤੋਂ ਸੂਰੂ ਹੋ ਕੇ ਮਾਲ ਰੋਡ, ਗੋਲ ਡਿੱਗੀ, ਹਸਪਤਾਲ ਬਾਜਾਰ, ਧੋਬੀ ਬਾਜਾਰ ਵਿੱਚੋਂ ਦੀ ਹੋ ਕੇ ਆਰੀਆ ਸਮਾਜ ਚੌਂਕ ਵਿੱਚ ਸਹੀਦ ਏ ਆਜਮ ਸਰਦਾਰ ਭਗਤ ਸਿੰਘ ਦੇ ਬਣੇ ਹੋਏ ਬੁੱਤ ਕੋਲ ਜਾ ਕੇ ਸਮਾਪਤ ਹੋਇਆ। ਆਪ ਆਗੂਆਂ ਨੇ ਕਾਂਗਰਸ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਅਸਫ਼ਲ ਰਹੀ ਹੈ।ਇਸ ਮੌਕੇ ਤੇ ਆਪ ਆਗੂਆਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਦਾਰ ਭਗਤ ਸਿੰਘ ਦੇ ਵਿਚਾਰਾਂ ਨੂੰ ਆਪਣੀ ਜਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ। ਉਹਨਾ ਨੇ ਕਿਹਾ ਕਿ ਸਰਦਾਰ ਭਗਤ ਸਿੰਘ ਚਾਹੁੰਦੇ ਸਨ ਕਿ ਦੇਸ਼ ਦੀ ਬਾਗਡੋਰ ਕਿਰਤੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਥਾਂ ਵਿੱਚ ਹੋਣੀ ਚਾਹੀਦੀ ਹੈ। ਉਹਨਾ ਨੇ ਕਿਹਾ ਕਿ ਦੇਸ਼ ਵਿੱਚ ਜੋ ਅੱਜ ਅਰਾਜਕਤਾ ਵਾਲਾ ਮਾਹੌਲ ਬਣਿਆ ਹੋਇਆ ਹੈ, ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਪੁਤਲੀ ਬਣ ਕੇ ਰਹਿ ਗਈਆਂ ਹਨ ਸਰਦਾਰ ਭਗਤ ਸਿੰਘ ਕਦੇ ਵੀ ਅਜਿਹਾ ਨਹੀਂ ਚਾਹੁੰਦੇ ਸਨ। ਉਹਨਾ ਨੇ ਕਿਹਾ ਕਿ ਸਰਦਾਰ ਭਗਤ ਸਿੰਘ ਦੀ ਆਤਮਾ ਅੱਜ ਕਿੰਨੀ ਦੁੱਖੀ ਹੁੰਦੀ ਹੋਵੇਗੀ ਜਦੋਂ ਉਹ ਦੇਖਦੀ ਹੋਵੇਗੀ ਕਿ ਜਿਸ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਸੀਂ ਐਨੀਆਂ ਕੁਰਬਾਨੀਆਂ ਕੀਤੀਆਂ ਉਸ ਦੇਸ਼ ਦੇ ਸ਼ਾਸਕ ਆਮ ਲੋਕਾਂ ਨਾਲ ਕਿੰਨਾ ਘਟੀਆ ਸਲੂਕ ਕਰਦੇ ਹਨ। ਉਹ ਸੋਚਦੇ ਹੋਣਗੇ ਕਿ ਅਸੀਂ ਇਸ ਤਰ੍ਹਾਂ ਦੇ ਦੇਸ਼ ਦਾ ਸੁਪਨਾ ਤਾਂ ਨਹੀਂ ਲਿਆ ਸੀ।
ਆਪ ਆਗੂਆਂ ਨੇ ਕਾਂਗਰਸ ਸਰਕਾਰ ਉੱਤੇ ਵਾਰ ਕਰਦਿਆਂ ਕਿਹਾ ਕਿ ਇਕੱਲੇ ਕੈਪਟਨ ਅਮਰਿੰਦਰ ਸਿੰਘ ਨੇ ਹੀ ਨਹੀਂ ਬਲਕਿ ਕਾਂਗਰਸ ਦੀ ਸਾਰੀ ਬਜਾਰਤ ਨੇ ਹੀ ਸ਼੍ਰੀ ਗੁਟਕਾ ਸਾਹਿਬ ਦੀ ਸੌਂਹ ਚੁੱਕੀ ਸੀ ਕਿ ਕਾਂਗਰਸ ਦੀ ਸਰਕਾਰ ਬਣਨ ਤੇ ਉਹ ਪੰਜਾਬ ਵਿੱਚੋਂ ਨਸ਼ਾ ਚਾਰ ਹਫ਼ਤਿਆਂ ਵਿਚ ਨਸ਼ੇ ਦਾ ਲੱਕ ਤੋੜ ਦੇਣਗੇ। ਨਸ਼ੇ ਦਾ ਲੱਕ ਤਾਂ ਨਹੀਂ ਟੁੱਟਿਆ ਪਰ ਪੰਜਾਬ ਦਾ ਲੱਕ ਜ਼ਰੂਰ ਟੁੱਟ ਗਿਆ ਹੈ ਕਿਓਂਕਿ ਨਸ਼ਾ ਮਾਫੀਆ ਨੇ ਜਿਸ ਤਰ੍ਹਾਂ ਪੰਜਾਬ ’ਚ ਆਪਣੇ ਪੈਰ ਪਸਾਰੇ ਹਨ,ਅੱਜ ਵੀ ਹਰ ਦਿਨ ਨੌਜਵਾਨ ਨਸ਼ਿਆਂ ਦੀ ਬਲੀ ਚੜ ਰਹੇ ਹਨ ਅਤੇ ਹਜ਼ਾਰਾਂ ਘਰਾਂ ਦੇ ਚਿਰਾਗ ਬੁੱਝ ਰਹੇ ਹਨ, ਪਰ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕਦੀ।
ਆਪ ਆਗੂਆਂ ਨੇ ਕਿਹਾ ਕਿ ਅੱਜ ਸਾਨੂੰ ਸਾਰੇ ਦੇਸ਼ ਵਾਸੀਆਂ ਨੂੰ ਪਰਨ ਲੈਣਾ ਚਾਹੀਦਾ ਹੈ ਕਿ ਅਸੀਂ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਸਿਰਜਣ ਦੀ ਕੋਸ਼ਿਸ਼ ਕਰਾਂਗੇ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੀ ਜਿਲ੍ਹਾ ਲੀਡਰਸ਼ਿਪ ਲੋਕ ਸਭਾ ਇੰਚਾਰਜ਼ ਰਕੇਸ਼ ਪੁਰੀ, ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਜੰਟ ਸਿੰਘ ਸਿਵੀਆਂ, ਜ਼ਿਲ੍ਹਾ ਡਿਪਟੀ ਪ੍ਰਧਾਨ ਬਠਿੰਡਾ ਸ਼ਹਿਰੀ ਅੰਮ੍ਰਿਤ ਅਗਰਵਾਲ, ਸੂਬਾ ਮੀਤ ਪ੍ਰਧਾਨ ਲੀਗਲ ਸੈੱਲ ਨਵਦੀਪ ਸਿੰਘ ਜੀਦਾ, ਸਟੇਟ ਕੋ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਅਨਿਲ ਠਾਕੁਰ,ਸੂਬਾ ਮੀਤ ਪ੍ਰਧਾਨ ਮਹਿਲਾ ਵਿੰਗ ਬਲਜਿੰਦਰ ਕੌਰ, ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ, ਜ਼ਿਲ੍ਹਾ ਦਫ਼ਤਰ ਇੰਚਾਰਜ਼ ਬਲਜਿੰਦਰ ਬਰਾੜ, ਜਿਲ੍ਹਾ ਪ੍ਰਧਾਨ ਕਿਸਾਨ ਵਿੰਗ ਜਤਿੰਦਰ ਸਿੰਘ ਭੱਲਾ, ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਮਨਜੀਤ ਸਿੰਘ, ਜਿਲ੍ਹਾ ਵਾਇਸ ਪ੍ਰਧਾਨ ਯੂਥ ਵਿੰਗ ਸੰਦੀਪ ਧਾਲੀਵਾਲ, ਜਨਰਲ ਸੈਕਟਰੀ ਨਰਿੰਦਰ ਸਿੰਘ ਨੈਰੀ, ਜੁਆਇੰਟ ਸੈਕਟਰ ਰਿੰਕੂ ਸ਼ਰਮਾ,ਜ਼ਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਬਲਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਬੁੱਧੀਜੀਵੀ ਵਿੰਗ ਮਹਿੰਦਰ ਸਿੰਘ ਫੁੱਲੋ ਮਿੱਠੀ, ਹਲਕਾ ਇੰਚਾਰਜ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਹਲਕਾ ਇੰਚਾਰਜ ਰਾਮਪੁਰਾ ਫੂਲ ਬਲਕਾਰ ਸਿੱਧੂ, ਹਲਕਾ ਇੰਚਾਰਜ ਮੌੜ ਮੰਡੀ ਸੁਖਵੀਰ ਸਿੰਘ ਮਾਈਸਰਖਾਨਾ, ਜਿਲ੍ਹਾ ਪ੍ਰਧਾਨ ਬੀ ਸੀ ਵਿੰਗ ਮਨਦੀਪ ਕੌਰ ਰਾਮਗੜ੍ਹੀਆ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਕੁਲਦੀਪ ਕੌਰ, ਅਲਕਾ ਹਾਂਢਾ, ਸਤਵੀਰ ਕੌਰ, ਕਮਲਜੀਤ ਕੌਰ, ਰਜਿੰਦਰ ਕੌਰ, ਹਰਜਿੰਦਰ ਰਾਇ, ਮਲਕੀਤ ਕੌਰ, ਮਨਦੀਪ ਕੌਰ, ਅਚਲਾ ਸ਼ਰਮਾ, ਪ੍ਰਮਜੀਤ ਕੌਰ, ਗੁਰਪ੍ਰੀਤ ਕੌਰ, ਹਰਮੀਤ ਚਹਿਲ, ਬਲਵਿੰਦਰ ਬੱਲੋ, ਯਾਦਵਿੰਦਰ ਤੁੰਗਵਾਲੀ, ਸੰਜੀਵ ਜਿੰਦਲ, ਰਾਜਨਦੀਪ ਸਿੰਘ, ਮਲਕੀਤ ਸਿੰਘ, ਹੈਪੀ ਢਿਲੋੰ, ਗੁਰਮੀਤ ਸੇਠੀ, ਦੀਪਕ ਬੈਨੀਵਾਲ, ਦੀਪਕ ਕੁਮਾਰ, ਜਾਨਪ੍ਰੀਤ ਸਿੰਘ, ਕੁਲਵਿੰਦਰ ਜਵੰਦਾ,ਮਨਪ੍ਰੀਤ ਸਿੰਘ ਚਹਿਲ, ਗੁਰਜੰਟ ਮਹਿਮਾ, ਨਿਰੰਜਨ ਸਿੰਘ, ਸੁਖਦੇਵ ਸਿੰਘ, ਜਸਪਾਲ ਸਿੰਘ, ਲਖਵਿੰਦਰ ਸਿੰਘ,ਹਰਜੀਤ ਸਿੰਘ, ਕੁਲਦੀਪ ਗੁਲਾਬਗੜ, ਚਰਨਜੀਤ ਝੂਬਾਂ, ਹਰਪ੍ਰੀਤ ਸਿੰਘ, ਸ਼ਮਿੰਦਰ ਸਿੰਘ,ਪਰਮਿੰਦਰ ਸਿੰਘ, ਲਵਪ੍ਰੀਤ ਸਿੰਘ, ਕੋਟਬਖਤੂ, ਜਗਤਾਰ ਸਿੰਘ ਰਾਮਾ, ਜਸਕਰਨ ਸਿੰਘ, ਸੁਖਵਿੰਦਰ ਸਿੰਘ, ਸਰਬਾ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ, ਜਗਰੂਪ ਗੋਪੀ, ਰੇਸ਼ਮ ਸਿੰਘ, ਹਰਦੀਪ ਸਿੰਘ, ਸੁਖਵੰਤ ਸਿੰਘ ਰਾਣਾ, ਬੂਟਾ ਸੰਦੋਹਾ, ਗੁਰਪ੍ਰੀਤ ਜੇਠੂ ਕੇ, ਹਰਸੁਖਵੰਤ ਸਿੰਘ, ਗੁਰਪ੍ਰੀਤ ਸਿੰਘ, ਪਰਮਪਾਲ ਸਿੰਘ, ਸ਼ਿਵਪਾਲ ਸਿੰਘ, ਜਸਵਿੰਦਰ ਸਿੰਘ, ਵਿਕਰਮ ਧੀਂਗੜ ਅਤੇ ਹੋਰ ਬਹੁਤ ਸਾਰੇ ਆਪ ਵਲੰਟੀਅਰਜ ਹਾਜ਼ਿਰ ਸਨ।
ਸਰਕਾਰੀ ਸਕੂਲਾਂ ‘ਚ ਮਾਪੇ-ਅਧਿਆਪਕ ਮਿਲਣੀ ਨੂੰ ਮਾਪਿਆਂ ਵੱਲੋਂ ਭਰਵਾਂ ਹੁੰਗਾਰਾ
ਸੁਖਜਿੰਦਰ ਮਾਨ
ਬਠਿੰਡਾ, 29 ਸਤੰਬਰ -ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਆਰਥੀਆਂ ਦੇ ਮਾਪਿਆਂ ਨਾਲ ਅੱਜ ਸਾਰਾ ਲਗਾਤਾਰ ਰਾਬਤਾ ਕਾਇਮ ਰੱਖਿਆ ਗਿਆ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੇਵਾ ਸਿੰਘ ਸਿੱਧੂ ਨੇ ਦੱਸਿਆ ਕਿ ਦੋ ਦਿਨਾਂ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਸਤੰਬਰ ਪ੍ਰੀਖਿਆ ਦੇ ਬਿਹਤਰ ਕਾਰਗੁਜਾਰੀ ਅਤੇ ਕਮਜੋਰ ਪੱਖਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਵਿਦਿਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪ੍ਰਾਪਤੀਆਂ ‘ਚ ਸੁਧਾਰ ਕੀਤਾ ਜਾ ਸਕੇ। ਵੱਖ-ਵੱਖ ਸਕੂਲਾਂ ‘ਚ ਮਾਪਿਆਂ ਨੂੰ ਪ੍ਰੋਜੈਕਟਰਾਂ ਤੇ ਐਲਈਡੀਜ਼ ਰਾਹੀਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਤੋਂ ਜਾਣੂ ਕਰਵਾਇਆ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਸਥਾਪਤ ਨਵੀਆਂ ਸਹੂਲਤਾਂ ਬਾਰੇ ਦੱਸਿਆ ਗਿਆ।
ਚੰਨੀ ਦੇ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਦਾਅਵੇ ਦੀ ਹਫ਼ਤੇ ’ਚ ਨਿਕਲੀ ਫ਼ੂਕ
ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ’ਤੇ ਲੱਗੇ ਹਿੱਸਾਪੱਤੀ ਮੰਗਣ ਦੇ ਦੋਸ਼
ਠੇਕੇਦਾਰਾਂ ਨੇ ਹਿੱਸਾਪੱਤੀ ਨਾ ਦੇਣ ’ਤੇ ਅਧਿਕਾਰੀਆਂ ਉਪਰ ਵਿਕਾਸ ਕੰਮਾਂ ਦੇ ਟੈਂਡਰ ਰੱਦ ਕਰਨ ਦੇ ਲਗਾਏ ਦੋਸ਼
ਸੁਖਜਿੰਦਰ ਮਾਨ
ਬਠਿੰਡਾ, 29 ਸਤੰਬਰ -ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਵੀ ਚਰਚਾ ਦਾ ਵਿਸ਼ਾ ਬਣਦੇ ਆ ਰਹੇ ਲੋਕ ਨਿਰਮਾਣ ਵਿਭਾਗ ’ਚ ਮੁੜ ਭਿ੍ਰਸਟਾਚਾਰ ਦੇ ਗੰਭੀਰ ਦੋਸ਼ ਲੱਗੇ ਹਨ। ਇੰਨ੍ਹਾਂ ਗੰਭੀਰ ਦੋਸ਼ਾਂ ਕਾਰਨ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਿ੍ਰਸਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਦਾਅਦਿਆਂ ਦੀ ਇੱਕ ਹਫ਼ਤੇ ਵਿਚ ਹੀ ਫ਼ੂਕ ਨਿਕਲ ਗਈ ਹੈ। ਮਾਲਵਾ ਪੱਟੀ ਦੇ ਦਰਜ਼ਨਾਂ ਠੇਕੇਦਾਰਾਂ ਨੇ ਅੱਜ ਇੱਕ ਪੱਤਰਕਾਰ ਵਾਰਤਾ ਦੌਰਾਨ ਵਿਭਾਗ ਦੇ ਅਧਿਕਾਰੀਆਂ ਉਪਰ ਗੰਭੀਰ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਵਲੋਂ 6 ਫ਼ੀਸਦੀ ਹਿੱਸਾਪੱਤੀ ਦੇਣ ਤੋਂ ਇੰਨਕਾਰ ਕਰਨ ’ਤੇ ਸਰਕਾਰ ਦੁਆਰਾ ਵਿਕਾਸ ਕੰਮਾਂ ਦੇ ਲਗਾਏ ਕਰੋੜਾਂ ਦੇ ਟੈਂਡਰ ਹੀ ਰੱਦ ਕਰ ਦਿੱਤੇ। ਦਾ ਬਠਿੰਡਾ ਹੋਟ ਮਿਕਸ ਪਲਾਟ ਆਨਰ ਐਸੋਸੀਏਸਨ ਦੇ ਝੰਡੇ ਹੇਠ ਪ੍ਰਧਾਨ ਤਾਰਾ ਸਿੰਘ ਆਹਲੂਵਾਲੀਆ, ਅਜੈ ਗੋਇਲ, ਯਸਪਾਲ ਜੈਨ, ਮੋਹਿਤ ਗਰਗ, ਯੋਗੇਸ਼ ਕੁਮਾਰ ਆਦਿ ਠੇਕੇਦਾਰਾਂ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਮੰੀਕਰਨ ਬੋਰਡ ਦੇ ਫੰਡਾਂ ਨਾਲ ਬਠਿੰਡਾ ਦੇ ਕਰੀਬ ਡੇਢ ਦਰਜ਼ਨ ਿਕ ਸੜਕਾਂ ਦੇ ਨਿਰਮਾਣ ਲਈ 30 ਕਰੋੜ ਰੂਪੇ ਦੇ ਟੈਂਡਰ 3 ਸਤੰਬਰ ਨੂੰ ਖੋਲੇ ਗਏ ਸਨ, ਜਿੰਨ੍ਹਾਂ ਨੂੰ 6 ਸਤੰਬਰ ਨੂੰ ਬੰਦ ਕਰ ਦਿੱਤਾ ਗਿਆ ਸੀ। ਪ੍ਰੰਤੂ ਇੰਨ੍ਹਾਂ ਟੈਂਡਰਾਂ ਨੂੰ ਪਾਸ ਕਰਨ ਬਦਲੇ ਵਿਭਾਗ ਦੇ ਐਸ.ਈ. ਗੁਰਮੁਖ ਸਿੰਘ ਤੇ ਮੁੱਖ ਇੰਜੀਨੀਅਰ ਅਮਰਦੀਪ ਸਿੰਘ ਬਰਾੜ ਦੁਆਰਾ ਕਥਿਤ ਤੌਰ ’ਤੇ 6 ਫ਼ੀਸਦੀ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ। ਠੇਕੇਦਾਰਾਂ ਮੁਤਾਬਕ ਉਨ੍ਹਾਂ ਇਹ ਕਮਿਸ਼ਨ ਦੇਣ ਤੋਂ ਇੰਨਕਾਰ ਕਰ ਦਿੱਤਾ, ਜਿਸ ਕਾਰਨ ਅੱਜ ਐਸ.ਈ ਗੁਰਮੁਖ ਸਿੰਘ ਨੇ ਚੀਫ਼ ਇੰਜੀਨੀਅਰ ਅਮਰਦੀਪ ਸਿੰਘ ਬਰਾੜ ਦੇ ਹੁਕਮਾਂ ਨਾਲ ਇਹ ਟੈਂਡਰ ਰੱਦ ਕਰ ਦਿੱਤੇ। ਠੇਕੇਦਾਰਾਂ ਨੇ ਮੁੱਖ ਮੰਤਰੀ ਨੂੰ ਇਸ ਮਾਮਲੇ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਬਾਕਸ
ਠੇਕੇਦਾਰਾਂ ਨੇ ਪੂਲ ਕਰਕੇ ਪਾਏ ਸਨ ਟੈਂਡਰ: ਐਸ.ਈ
ਬਠਿੰਡਾ: ਉਧਰ ਅਪਣੇ ’ਤੇ ਲੱਗੇ ਦੋਸ਼ਾਂ ਨੂੰ ਰੱਦ ਕਰਦਿਆਂ ਵਿਭਾਗ ਦੇ ਐਸ.ਈ. ਗੁਰਮੁਖ ਸਿੰਘ ਨੇ ਦਾਅਵਾ ਕੀਤਾ ਕਿ ਪੱਤਰਕਾਰ ਵਾਰਤਾ ਕਰਨ ਵਾਲੇ ਠੇਕੇਦਾਰਾਂ ਨੇ ਪੂਲ ਕਰਕੇ ਟੈਂਡਰ ਪਾਏ ਸਨ, ਜਿਸਦੇ ਬਾਰੇ ਇੱਕ ਠੇਕੇਦਾਰ ਨੇ ਸਿਕਾਇਤ ਕੀਤੀ ਸੀ। ਪੜਤਾਲ ਦੌਰਾਨ ਇਹ ਗੱਲ ਸਾਬਤ ਹੋਣ ’ਤੇ ਉਨਾਂ ਵਲੋਂ ਮੁੱਖ ਦਫ਼ਤਰ ਦੀਆਂ ਹਿਦਾਇਤਾਂ ਤੋਂ ਬਾਅਦ ਇਹ ਟੈਂਡਰ ਪਿੱਛੇ ਪਾਏ ਗਏ ਹਨ। ਉਧਰ ਚੀਫ਼ ਇੰਜੀਨੀਅਰ ਅਮਰਦੀਪ ਸਿੰਘ ਬਰਾੜ ਨੇ ਇੰਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਕਿ ਇਸ ਸਬੰਧ ਵਿਚ ਮੁੱਖ ਮੰਤਰੀ ਕੋਲ ਟੈਂਡਰ ਪੂਲ ਪਾਏ ਹੋਣ ਦੀ ਸਿਕਾਇਤ ਆਈ ਸੀ, ਜਿਸਦੇ ਆਧਾਰ ’ਤੇ ਇਹ ਟੈਂਡਰ ਰੱਦ ਕਰਕੇ ਨਵੇਂ ਸਿਰੇ ਤੋਂ ਮੰਗੇ ਗਏ ਹਨ।
ਸਰਕਾਰ ਵਲੋਂ ਭੇਜੀ ਕੀਟਨਾਸ਼ਕ ਖੇਤੀਬਾੜੀ ਵਿਭਾਗ ਦੇ ਦਫ਼ਤਰ ਦਾ ਸਿੰਗਾਰ ਬਣੀ
ਮੁੱਖ ਮੰਤਰੀ ਦੇ ਦੌਰੇ ਦੇ ਚਾਰ ਦਿਨਾਂ ਬਾਅਦ ਵੀ ਪ੍ਰਭਾਵਿਤ ਕਿਸਾਨਾਂ ਨੂੰ ਨਹੀਂ ਵੰਡੀ
ਸੁਖਜਿੰਦਰ ਮਾਨ
ਬਠਿੰਡਾ, 29 ਸਤੰਬਰ-ਮਾਲਵਾ ਪੱਟੀ ’ਚ ਕਿਸਾਨਾਂ ਦੀ ਤਬਾਹੀ ਦਾ ਕਾਰਨ ਬਣਦੀ ਜਾ ਰਹੀ ਗੁਲਾਬੀ ਸੁੰਡੀ ਦੇ ਖਾਤਮੇ ਲਈ ਪੰਜਾਬ ਸਰਕਾਰ ਦੁਆਰਾ ਕਿਸਾਨਾਂ ਨੂੰ ਮੁਫ਼ਤ ਵੰਡਣ ਲਈ ਭੇਜੀ ਕੀਟਨਾਸ਼ਕ ਖੇਤੀਬਾੜੀ ਦਫ਼ਤਰਾਂ ਦਾ ਸਿੰਗਾਰ ਬਣ ਗਈ ਹੈ। ਕਰੀਬ ਚਾਰ ਦਿਨ ਪਹਿਲਾਂ ਬਠਿੰਡਾ ਦੌਰੇ ’ਤੇ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ਤੋਂ ਤੁਰੰਤ ਬਾਅਦ ਮਾਰਕਫ਼ੈਡ ਨੇ ਹਜ਼ਾਰਾਂ ਏਕੜ ’ਚ ਨਰਮੇ ਦੀ ਫ਼ਸਲ ’ਤੇ ਵਰਤੀਂ ਜਾਣ ਵਾਲੀ ਸੰਜੈਟਾ ਕੰਪਨੀ ਦੀ ਸਾਈਪਰਮੈਥਰਿਨ ਦਵਾਈ ਖ਼ਰੀਦ ਕੇ ਖੇਤੀਬਾੜੀ ਦਫ਼ਤਰ ਬਠਿੰਡਾ ਭੇਜੀ ਗਈ ਸੀ। ਸੂੁਤਰਾਂ ਮੁਤਾਬਕ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਾਲੇ ਤੱਕ ਕਿਸਾਨਾਂ ਨੂੰ ਇਸ ਮੁਫ਼ਤ ਕੀੜੇਮਾਰ ਦਵਾਈ ਨੂੰ ਵੰਡਣ ਲਈ ਪ੍ਰਬੰਧ ਨਹੀਂ ਕਰ ਸਕਿਆ ਹੈ। ਮੁੱਖ ਮੰਤਰੀ ਸ: ਚੰਨੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਸੰਪਰਕ ਕਰਨ ’ਤੇ ਦਾਅਵਾ ਕੀਤਾ ਕਿ ਉਹ ਤੁਰੰਤ ਇਸ ਸਬੰਧ ਵਿਚ ਖੇਤੀਬਾੜੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਨਗੇ। ਦੂਜੇ ਪਾਸੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਮਨਜੀਤ ਸਿੰਘ ਨੇ ਦਾਅਵਾ ਕੀਤਾ ਕਿ ਅੱਜ ਕਟਾਰ ਸਿੰਘ ਵਾਲਾ ਤੇ ਨਸੀਬਪੁਰਾ ਪਿੰਡ, ਜਿੱਥੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਦੌਰਾ ਕੀਤਾ ਸੀ, ਵਿਚ ਇਹ ਦਵਾਈ ਵੰਡੀ ਗਈ ਹੈ। ਹਾਲਾਂਕਿ ਉਹ ਮਾਰਕਫ਼ੈਡ ਵਲੋਂ ਤੁਰੰਤ ਦਵਾਈ ਭੇਜਣ ਦੇ ਬਾਵਜੂਦ ਕਿਸਾਨਾਂ ਤੱਕ ਅੱਗੇ ਇਹ ਦਵਾਈ ਉਪਲਬਧ ਨਾ ਕਰਵਾ ਸਕਣ ਬਾਰੇ ਕੁੱਝ ਜਿਆਦਾ ਸਪੱਸ਼ਟ ਨਹੀਂ ਕਰ ਸਕੇ। ਇੱਥੇ ਦਸਣਾ ਬਣਦਾ ਹੈ ਕਿ ਮੁੱਖ ਮੰਤਰੀ ਸ: ਚੰਨੀ ਨੇ ਉਕਤ ਪਿੰਡਾਂ ਵਿਚ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਖੇਤਾਂ ਦਾ ਦੌਰਾ ਕਰਦਿਆਂ ਐਲਾਨ ਕੀਤਾ ਸੀ ਕਿ ਕਿਸਾਨਾਂ ਦਾ ਹੋਰ ਨੁਕਸਾਨ ਨਾ ਹੋਵੇ, ਉਹ ਤੁਰੰਤ ਦਵਾਈ ਦਾ ਪ੍ਰਬੰਧ ਕਰਨਗੇ। ਜਦੋਂਕਿ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਖੇਤੀਬਾੜੀ ਦਫ਼ਤਰ ’ਚ ਕਿਸਾਨਾਂ ਦੀ ਜਿੰਦਗੀ-ਮੌਤ ਦਾ ਸਵਾਲ ਬਣੀ ਇਸ ਬਿਪਤਾ ਦੇ ਟਾਕਰੇ ਦੌਰਾਨ ਵੀ ਦਵਾਈ ਵੰਡਣ ਦੀ ਇਹ ਪ੍ਰੀਿਆ ਕੀੜੀ ਦੀ ਚਾਲ ਚੱਲੀ ਹੈ, ਜਿਸਤੋਂ ਵਿਭਾਗ ਦੀ ਗੰਭੀਰਤਾ ਸਾਫ਼ ਜਾਹਰ ਹੁੰਦੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਲਾਪਰਵਾਹੀ ਦੀ ਨਿੰਦਾ ਕਰਦਿਆਂ ਕਿਹਾ ਕਿ ‘‘ ਹੁਣ ਮੁਫ਼ਤ ਦਵਾਈ ਵੰਡਣ ਦੀ ਯੋਜਨਾ ‘ਮਰੇ ਹੋਏ ਦੇ ਮੂੰਹ ਨੂੰ ਘਿਓ’ ਲਗਾਉਣ ਵਾਲੀ ਲੱਗਣੀ ਹੈ, ਜਿਸਦੇ ਚੱਲਦੇ ਤੁਰੰਤ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਵੰਡ ਕੇ ਉਨ੍ਹਾਂ ਦੇ ਜਖ਼ਮਾਂ ਉਪਰ ਮਲਮ ਲਗਾਉਣ ਦੀ ਮਿਹਰਨਬਾਨੀ ਕਰੇ। ’’ ਕਿਸਾਨ ਆਗੂ ਨੇ ਇਸ ਮਾਮਲੇ ਵਿਚ ਨਕਲੀ ਬੀਜ਼ ਤੇ ਸਪਰੇਹਾਂ ਦਾ ਦੋਸ਼ ਲਗਾਉਂਦਿਆਂ ਉਚ ਪੱਧਰੀ ਜਾਂਚ ਦੇ ਨਾਲ ਨਾਲ ਮਾਰਕਫ਼ੈਡ ਵਲੋਂ ਦਵਾਈ ਭੇਜਣ ਦੇ ਬਾਵਜੂਦ ਖੇਤੀਬਾੜੀ ਵਿਭਾਗ ਵਲੋਂ ਅੱਗੇ ਕਿਸਾਨਾਂ ਤੱਕ ਨਾ ਪੁੱਜਦੀ ਕਰਨ ਦੇ ਮਾਮਲੇ ਵਿਚ ਜਾਂਚ ਕਰਕੇ ਜਿੰਮੇਵਾਰ ਪਾਏ ਜਾਣ ਵਾਲੇ ਅਧਿਕਾਰੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ।
ਫ਼ਿਰੌਤੀ ਲਈ ਵਪਾਰੀ ਦੇ ਘਰ ਪੈਟਰੋਲ ਬੰਬ ਸੁੱਟਣ ਵਾਲਾ ਕਾਬੂ
ਕੇਸ ’ਚ ਪਹਿਲਾਂ ਹੀ ਅੱਧੀ ਦਰਜ਼ਨ ਕਥਿਤ ਦੋਸ਼ੀਆਂ ਨੂੰ ਕੀਤਾ ਜਾ ਚੁੱਕਾ ਹੈ ਗਿ੍ਰਫਤਾਰ
ਸੁਖਜਿੰਦਰ ਮਾਨ
ਬਠਿੰਡਾ, 29 ਸਤੰਬਰ-ਲੰਘੀ 5 ਸਤੰਬਰ ਨੂੰ ਫ਼ਿਰੌਤੀ ਲਈ ਰਾਤ ਨੂੰ ਸ਼ਹਿਰ ਦੇ ਇੱਕ ਵਪਾਰੀ ਦੇ ਘਰ ਪੈਟਰੋਲ ਬੰਬ ਸੁੱਟਣ ਅਤੇ ਹਵਾਈ ਫ਼ਾਈਰ ਕਰਨ ਵਾਲੇ ਕਥਿਤ ਦੋਸ਼ੀ ਨੌਜਵਾਨ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ ਜਦੋਂਕਿ ਇਸ ਮਾਮਲੇ ਵਿਚ ਅੱਧੀ ਦਰਜ਼ਨ ਵਿਅਕਤੀ ਪਹਿਲਾਂ ਹੀ ਕਾਬੂ ਕੀਤੇ ਜਾ ਚੁੱਕੇ ਹਨ। ਇੰਨ੍ਹਾਂ ਵਿਚ ਮੇਅਰ ਦਾ ਕਥਿਤ ਨਜਦੀਕੀ ਨੌਜਵਾਨ ਚਿੰਕੀ ਵੀ ਸ਼ਾਮਲ ਹੈ। ਅੱਜ ਮਾਮਲੇ ਦੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਅਜੈ ਮਲੂਜਾ ਨੇ ਦਸਿਆ ਕਿ ਇਸ ਕੇਸ ਵਿਚ ਥਾਣਾ ਥਰਮਲ ਦੀ ਪੁਲਿਸ ਨੇ ਮੁਦਈ ਰਜਿੰਦਰ ਕੁਮਾਰ ਮੰਗਲਾ ਦੀ ਸਿਕਾਇਤ ’ਤੇ 6 ਸਤੰਬਰ ਨੂੰ ਕੇਸ ਦਰਜ਼ ਕਰ ਲਿਆ ਸੀ। ਜਿਸਦੀ ਪੜਤਾਲ ਦੌਰਾਨ ਸਾਹਮਣੇ ਆਇਆ ਸੀ ਕਿ ਗੈਗਸਟਰ ਗੋਲਡੀ ਬਰਾੜ ਵੱਲੋਂ ਉਕਤ ਵਪਾਰੀ ਕੋਲੋ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ। ਇਸ ਕਾਂਡ ਨੂੰ ਅੰਜਾਮ ਦੇਣ ਲਈ ਬਠਿੰਡਾ ਜੇਲ੍ਹ ਵਿਚ ਬੰਦ ਰਵਿੰਦਰ ਸਿੰਘ ਉਰਫ ਲਾਲੀ ਮੌੜ ਯੋਜਨਾ ਬਣਾਈ ਗਈ ਸੀ। ਜਿਸ ਵਿਚ ਪੰਕਜ ਗੋਇਲ ਉਰਫ ਚਿੰਕੀ, ਕਮਲ ਚੋਪੜਾ ਉਰਫ ਗੰਜਾ, ਸੰਦੀਪ ਸਿੰਘ ਉਰਫ ਸੋਨੂੰ ਅਤੇ ਸੁੰਦਰ ਲਾਲ ਆਦਿ ਤੋਂ ਇਲਾਵਾ ਘਟਨਾ ਵਾਲੇ ਦਿਨ ਪੈਟਰੋਲ ਬੰਬ ਸੁੱਟਣ ਤੇ ਫ਼ਾਈਰ ਕਰਨ ਵਾਲੇ ਮੋਟਰਸਾਈਕਲ ਸਵਾਰ ਵਿੱਕੀ ਤੇ ਸੁਖਮਨਦੀਪ ਸਿੰਘ ਉਰਫ ਮਨੀ ਵੀ ਸ਼ਾਮਲ ਸਨ। ਪੁਲਿਸ ਨੇ ਵਿੱਕੀ ਅਤੇ ਮਨੀ ਨੂੰ ਛੱਡ ਬਾਕੀਆਂ ਨੂੰ ਗਿ੍ਰਫਤਾਰ ਕਰ ਲਿਆ ਸੀ। ਮਾਮਲੇ ਦੀ ਜਾਂਚ ਕਰ ਰਹੇ ਸਪੈਸਲ ਸਟਾਫ਼ ਦੇ ਇੰਚਾਰਜ਼ ਤਰਜਿੰਦਰ ਸਿੰਘ ਨੇ ਦਸਿਆ ਕਿ ਸੁਖਮਨਦੀਪ ਸਿੰਘ ਉਰਫ ਮਨੀ ਪਿੰਡ ਵੱਟੂ ਸ਼੍ਰੀ ਮੁਕਤਸਰ ਸਾਹਿਬ ਨੂੰ ਨਾਮਜ਼ਦ ਕਰਕੇ ਗਿ੍ਰਫਤਾਰ ਕਰ ਲਿਆ ਹੈ। ਜਿਸਦੇ ਕਬਜ਼ੇ ਵਿਚੋਂ ਮੋਟਰਸਾਇਕਲ ਹੀਰੋ ਸਪਲੈਂਡਰ ਅਤੇ ਇੱਕ ਪਿਸਟਲ 32 ਬੋਰ ਦੇਸੀ ਸਮੇਤ 02 ਰੋਂਦ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀ ਤੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ।
ਬੇਅਦਬੀ ਦੇ ਮਾਮਲਿਆਂ ਵਿੱਚ ਰਾਮ ਰਹੀਮ ਨਹੀਂ ਦਿੱਤੀ ਗਈ ਕੋਈ ਕਲੀਨ ਚਿੱਟ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਸਤੰਬਰ:ਪੰਜਾਬ ਪੁਲਿਸ ਦੇ ਅਧਿਕਾਰਤ ਬੁਲਾਰੇ ਨੇ ਅੱਜ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਸਬੰਧੀ ਸਾਰੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ।
ਇਹ ਬਿਆਨ ਉਸ ਵੇਲੇ ਜਾਰੀ ਕੀਤਾ ਗਿਆ ਹੈ ਜਦੋਂ ਇਕਬਾਲ ਪ੍ਰੀਤ ਸਿੰਘ ਸਹੋਤਾ, ਜਿਨ੍ਹਾਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ, ਵੱਲੋਂ 2015 ਵਿੱਚ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਐਸ.ਆਈ.ਟੀ. ਦੀ ਅਗਵਾਈ ਕਰਦਿਆਂ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਦੀਆਂ ਮੀਡੀਆ ਰਿਪੋਰਟਾਂ ਸਾਹਮਣੇ ਆਈਆਂ ਹਨ।
ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਵਿੱਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿੱਲਰੇ ਹੋਏ ਪਾਏ ਗਏ ਸਨ ਅਤੇ ਪੁਲਿਸ ਸਟੇਸ਼ਨ ਬਾਜਾਖਾਨਾ ਵਿਖੇ ਆਈਪੀਸੀ ਦੀ ਧਾਰਾ 295, 120-ਬੀ ਦੇ ਤਹਿਤ ਐਫਆਈਆਰ ਨੰਬਰ 128 ਮਿਤੀ 12.10.2015 ਦਰਜ ਕੀਤੀ ਗਈ ਸੀ। ਪਿੰਡ ਬਰਗਾੜੀ ਵਿਖੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਲਈ ਇਕਬਾਲ ਪ੍ਰੀਤ ਸਿੰਘ ਸਹੋਤਾ, ਜੋ ਉਸ ਵੇਲੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਸਨ, ਦੀ ਅਗਵਾਈ ਵਿੱਚ ਇੱਕ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ।
ਬੁਲਾਰੇ ਨੇ ਸਪੱਸ਼ਟ ਕੀਤਾ ਕਿ ਐਸਆਈਟੀ ਨੇ ਸਿਰਫ 20 ਦਿਨਾਂ (14 ਅਕਤੂਬਰ 2015 ਤੋਂ 2 ਨਵੰਬਰ 2015) ਤੱਕ ਕੰਮ ਕੀਤਾ ਸੀ, ਜਿਸ ਤੋਂ ਬਾਅਦ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ ਸੀ।
ਬੁਲਾਰੇ ਨੇ ਕਿਹਾ, “ਪੂਰੀ ਜਾਂਚ ਸੀਬੀਆਈ ਵੱਲੋਂ ਕੀਤੀ ਗਈ ਸੀ ਨਾ ਕਿ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ।” ਉਨ੍ਹਾਂ ਇਹ ਵੀ ਕਿਹਾ ਕਿ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ।
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰਨ ਦੇ ਹੁਕਮ
ਮੁੱਖ ਮੰਤਰੀ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਕਿਹਾ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇ ਦੇ ਖਰੀਦ ਸੀਜ਼ਨ ਲਈ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਜੋ ਖਰੀਦ ਕਾਰਜਾਂ ਲਈ ਨੋਡਲ ਏਜੰਸੀ ਹੈ, ਨੂੰ ਸੁਚਾਰੂ ਅਤੇ ਨਿਰਵਿਘਨ ਖਰੀਦ ਦੇ ਨਾਲ ਨਾਲ ਝੋਨੇ ਦੇ ਭੰਡਾਰਨ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ।
ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਆਂ ਸ਼੍ਰੀ ਚੰਨੀ ਨੇ ਕਿਹਾ ਕਿ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਮੰਡੀ ਵਿੱਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਲਈ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਦੌਰਾਨ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਸਾਰੇ ਭਾਈਵਾਲਾਂ ਦੀ ਸੰਤੁਸ਼ਟੀ ਲਈ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ।
ਵਿਚਾਰ -ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਡਾ. ਅਭਿਨਵ ਤ੍ਰਿਖਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਉਣ ਵਾਲੀ ਸੰਭਾਵਿਤ ਫ਼ਸਲ ਦੀ ਖਰੀਦ ਲਈ ਪਹਿਲਾਂ ਹੀ ਵਿਸਤ੍ਰਿਤ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਦੇ ਡਾਇਰੈਕਟਰ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ 2021-22 ਲਈ ਏ ਗਰੇਡ ਦੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 1960 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈਡ, ਪਨਸਪ, ਪੀਐਸਡਬਲਯੂਸੀ ਸਮੇਤ ਐਫਸੀਆਈ ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਤ ਨਿਯਮਾਂ ਅਨੁਸਾਰ ਘੱਟੋ ਘੱਟ ਸਮਰਥਨ ਮੁੱਲ `ਤੇ ਝੋਨੇ ਦੀ ਖਰੀਦ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਨੋਟੀਫਾਈ ਕੀਤੇ ਗਏ 1806 ਖਰੀਦ ਕੇਂਦਰ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਦੇ ਫੈਲਣ ਨੂੰ ਰੋਕਣ ਅਤੇ ਮੰਡੀਆਂ ਵਿੱਚ ਭੀੜ ਹੋਣ ਤੋਂ ਬਚਣ ਲਈ ਝੋਨੇ ਦੀ ਖਰੀਦ ਲਈ ਲਗਭਗ 800 ਚੌਲ ਮਿੱਲਾਂ/ਜਨਤਕ ਥਾਵਾਂ ਨੂੰ ਅਸਥਾਈ ਖਰੀਦ ਕੇਂਦਰ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਸਾਉਣੀ ਮੰਡੀਕਰਨ ਸੀਜ਼ਨ 2021-22 ਲਈ ਖਰੀਦ ਨੀਤੀ ਜਾਰੀ ਕੀਤੀ ਗਈ ਹੈ।
ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਭੰਡਾਰਨ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਕੀਤੇ ਜਾਣਗੇ। ਐਫਸੀਆਈ ਵੱਲੋਂ ਬਾਰਦਾਨੇ, ਕੈਸ਼ ਕੈ੍ਰਡਿਟ, ਭੰਡਾਰ ਲਈ ਜ਼ਰੂਰੀ ਵਸਤਾਂ ਅਤੇ ਭੰਡਾਰਨ ਦੀ ਥਾਂ ਦਾ ਆਪਣੇ ਪੱਧਰ `ਤੇ ਪ੍ਰਬੰਧ ਕੀਤਾ ਜਾਂਦਾ ਹੈ।
ਚੌਲਾਂ/ਝੋਨੇ ਦੀ ਰੀਸਾਈਕਲਿੰਗ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਤ੍ਰਿਖਾ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਮੰਡੀ ਦੇ ਹਿਸਾਬ ਨਾਲ ਝੋਨੇ ਦੀ ਆਮਦ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਦੇ ਨਾਲ-ਨਾਲ ਮੰਡੀ ਦੇ ਹਿਸਾਬ ਨਾਲ ਜਾਰੀ ਕੀਤੇ ਗਏ ਆਦੇਸ਼ਾਂ ਦਾ ਵਿਸ਼ਲੇਸ਼ਣ ਕਰਨ ਲਈ ਸਾਰੇ ਫੀਲਡ ਅਧਿਕਾਰੀਆਂ ਨੂੰ ਵਿਸਤ੍ਰਿਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮੰਡੀਆਂ ਅਤੇ ਲਿੰਕਡ ਰਾਈਸ ਮਿੱਲਾਂ ਜਿੱਥੇ ਪਿਛਲੇ ਦੋ ਸਾਲਾਂ ਦੌਰਾਨ ਸਾਉਣੀ ਮੰਡੀਕਰਨ ਸੀਜ਼ਨ 2020-21 ਵਿੱਚ ਝੋਨੇ ਦੀ ਆਮਦ ਜਾਂ ਜਾਰੀ ਆਦੇਸ਼ਾਂ ਤਹਿਤ ਜਾਰੀ ਕੀਤੇ ਗਏ ਝੋਨੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, `ਤੇ ਨੇੜਿਓਂ ਨਜ਼ਰ ਰੱਖਣ ਲਈ ਵੀ ਕਿਹਾ ਗਿਆ ਹੈ।ਇਸ ਦੇ ਨਾਲ ਹੀ ਉਨ੍ਹਾਂ ਨੂੰ ਹਰੇਕ ਚੌਲ ਮਿੱਲ ਵਿੱਚ ਸੀਸੀਟੀਵੀ ਲੱਗੇ ਅਤੇ ਚਲਦੇ ਹੋਣ, ਬਾਸਮਤੀ, ਸੈਲਾ ਆਦਿ ਦੀ ਪ੍ਰਾਈਵੇਟ ਮਿਲਿੰਗ ਵਿੱਚ ਸ਼ਾਮਲ ਰਾਈਸ ਮਿੱਲਰਾਂ ਦੇ ਅੰਕੜੇ ਆਲਟਮੈਂਟ ਸਮੇਂ ਅਨਾਜ ਖਰੀਦ ਪੋਰਟਲ `ਤੇ ਦਾਖਲ ਕਰਨ ਅਤੇ ਇਨ੍ਹਾਂ ਮਿੱਲਾਂ ਦੇ ਪੀ.ਵੀ. `ਤੇ ਵਿਸ਼ੇਸ਼ ਧਿਆਨ ਦੇਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਨੂੰ ਖਰੀਦ ਸੀਜ਼ਨ ਤੋਂ ਪਹਿਲਾਂ ਚੌਲ ਮਿੱਲਾਂ ਦੀ ਇੱਕ ਵਿਸ਼ੇਸ਼ ਈ-ਫਿਜ਼ੀਕਲ ਤਸਦੀਕ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਿੱਲਾਂ ਵਿੱਚ ਕੋਈ ਰਿਕਾਰਡ ਰਹਿਤ ਝੋਨਾ/ਚੌਲ ਨਹੀਂ ਹੈ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ (ਜੀਓਜੀ) ਨੂੰ ਚੌਲ ਮਿੱਲਾਂ ਦੀ ਜਾਂਚ ਕਾਰਜ ਵਿੱਚ ਲਗਾਇਆ ਗਿਆ ਹੈ।
ਖਰੀਦ ਤੋਂ ਬਾਅਦ ਝੋਨੇ ਦੀ ਮਿਲਿੰਗ ਦਾ ਜ਼ਿਕਰ ਕਰਦਿਆਂ ਡਾਇਰੈਕਟਰ ਨੇ ਇਹ ਵੀ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਪਹਿਲਾਂ ਹੀ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ ਝੋਨੇ ਦੀ ਪ੍ਰੋਸੈਸਿੰਗ ਲਈ `ਦਿ ਪੰਜਾਬ ਕਸਟਮ ਮਿਲਿੰਗ ਆਫ ਪੈਡੀ ਪਾਲਿਸੀ (ਸਾਉਣੀ 2021-22)` ਜਾਰੀ ਕਰ ਦਿੱਤੀ ਹੈ।
ਨਰਮੇ ‘ਤੇ ਗੁਲਾਬੀ ਸੁੰਡੀ ਹਮਲੇ ਵਿੱਚ ਬੀਜਾਂ ਦੇ ਮਿਆਰਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਆਦੇਸ਼
ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਫੌਜਦਾਰੀ ਕੇਸ ਦਰਜ ਕੀਤਾ ਜਾਵੇਗਾ: ਰੰਧਾਵਾ
ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਸਾਰੇ ਕਿਸਾਨਾਂ ਦੇ ਪਰਿਵਾਰਕ ਵਾਰਸਾਂ ਨੂੰ ਇਕ ਮਹੀਨੇ ਅੰਦਰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਜਾਣਗੇ: ਨਾਭਾ
ਉਪ ਮੁੱਖ ਮੰਤਰੀ ਤੇ ਖੇਤੀਬਾੜੀ ਮੰਤਰੀ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 29 ਸਤੰਬਰ: ਮਾਲਵਾ ਖਿੱਤੇ ਵਿੱਚ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਢੀ ਦੇ ਹਮਲੇ ਦੇ ਸਬੰਧ ਵਿੱਚ ਬੀਜਾਂ ਦੇ ਮਿਆਰ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਤੁਰੰਤ ਉਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਜਿਹੜਾ ਵੀ ਦੋਸ਼ੀ ਪਾਇਆ ਗਿਆ, ਕਾਨੂੰਨ ਅਨੁਸਾਰ ਉਸ ਵਿਰੁੱਧ ਫੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇਗਾ।
ਇਹ ਗੱਲ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਅਤੇ ਹੋਰਨਾਂ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਵਫਦ ਨਾਲ ਵੱਖ-ਵੱਖ ਮੁੱਦਿਆਂ ਉਤੇ ਗੱਲਬਾਤ ਕਰਨ ਉਪਰੰਤ ਕਹੀ।
ਸ. ਰੰਧਾਵਾ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੰਦਿਆਂ ਜਲਦੀ ਰਿਪੋਰਟ ਦੇਣ ਲਈ ਕਿਹਾ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸ. ਨਾਭਾ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਦੀ ਨਰਮੇ ਦੀ ਫਸਲ ਨੂੰ ਹੋਰ ਨੁਕਸਾਨ ਤੋਂ ਬਚਾਉਣ ਲਈ ਸਰਕਾਰ ਵੱਲੋਂ ਮੁਫਤ ਕੀਟਨਾਸ਼ਕ ਮੁਹੱਈਆ ਕਰਵਾਇਆ ਜਾਵੇਗਾ।
ਸ. ਰੰਧਾਵਾ ਨੇ ਕਿਸਾਨਾਂ ਨੂੰ ਦੱਸਿਆ ਕਿ ਕੇਂਦਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਤੀ ਕਿਸਾਨ ਪੰਜ ਲੱਖ ਰੁਪਏ ਦਿੱਤੇ ਗਏ ਹਨ ਅਤੇ 165 ਮ੍ਰਿਤਕ ਕਿਸਾਨਾਂ ਦੇ ਇਕ-ਇਕ ਪਰਿਵਾਰਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਲਈ ਕਾਰਵਾਈ ਮੁਕੰਮਲ ਕਰ ਲਈ ਗਈ ਹੈ। ਇਹ ਨਿਯੁਕਤੀ ਪੱਤਰ ਦੇਣ ਦੀ ਸੁਰੂਆਤ ਬੀਤੇ ਦਿਨੀਂ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਵੱਲੋਂ ਬਠਿੰਡਾ ਵਿਖੇ ਕੀਤੀ ਗਈ ਅਤੇ ਆਉਂਦੇ ਦਿਨਾਂ ਵਿੱਚ ਸੂਬਾ ਸਰਕਾਰ ਇਨ੍ਹਾਂ ਪਰਿਵਾਰਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਸੌਂਪੇਗੀ।
ਇਸ ਮੌਕੇ ਕਿਸਾਨ ਆਗੂਆਂ ਵੱਲੋਂ ਬਾਕੀ ਰਹਿੰਦੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦਾ ਮੁੱਦਾ ਉਠਾਏ ਜਾਣ ਉਤੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰਕ ਵਾਰਸ ਦਾ ਨਾਮ ਤੈਅ ਨਾ ਹੋਣ ਉਤੇ ਇਹ ਬਾਕੀ ਰਹਿੰਦੇ ਨਿਯੁਕਤੀ ਪੱਤਰ ਵੀ ਤਿਆਰ ਕਰ ਲਏ ਜਾਣਗੇ ਕਿਉਂਕਿ ਇਨ੍ਹਾਂ ਪਰਿਵਾਰਾਂ ਵੱਲੋਂ ਦੂਰ-ਦੁਰਾਡੇ ਦੇ ਰਿਸ਼ਤੇਦਾਰ ਦਾ ਨਾਮ ਲਿਖਵਾਉਣ ਕਾਰਨ ਕਾਨੂੰਨੀ ਅੜਚਨ ਆਈ। ਸ. ਨਾਭਾ ਨੇ ਕਿਹਾ ਕਿ ਇਕ ਮਹੀਨੇ ਦੇ ਅੰਦਰ ਸਾਰੇ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਮਿਲ ਜਾਣਗੇ। ਇਸ ਤੋਂ ਇਲਾਵਾ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਤਿੰਨ ਮ੍ਰਿਤਕ ਕਿਸਾਨਾਂ ਦਾ ਨਾਮ ਸੂਚੀ ਵਿੱਚ ਸਾਮਲ ਨਾ ਕੀਤੇ ਜਾਣ ਦਾ ਮੁੱਦਾ ਉਠਾਏ ਜਾਣ ਉਤੇ ਸ. ਰੰਧਾਵਾ ਤੇ ਸ. ਨਾਭਾ ਨੇ ਮੌਕੇ ਉਤੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਂਦੇ ਦੋ ਦਿਨਾਂ ਅੰਦਰ ਇਨ੍ਹਾਂ ਨਾਵਾਂ ਨੂੰ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਲਈ ਸੂਚੀ ਵਿੱਚ ਸਾਮਲ ਕਰਨ ਲਈ ਰਸਮੀ ਕਾਰਵਾਈ ਮੁਕੰਮਲ ਕੀਤੀ ਜਾਵੇ।
ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਉਤੇ ਦਰਜ ਕੇਸਾਂ ਨੂੰ ਵਾਪਸ ਲੈਣ ਦੀ ਮੰਗ ਉਠਾਏ ਜਾਣ ਉਤੇ ਉਪ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਦਰਜ 105 ਕੇਸਾਂ ਵਿੱਚੋਂ 60 ਕੇਸ ਵਾਪਸ ਲੈ ਲਏ ਗਏ ਹਨ ਅਤੇ ਬਾਕੀ ਰਹਿੰਦੇ ਕੇਸ ਜਲਦ ਵਾਪਸ ਲੈ ਲਏ ਜਾਣਗੇ ਜਿਸ ਸੰਬੰਧੀ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਮੌਕੇ ਉਤੇ ਹਦਾਇਤ ਵੀ ਦਿੱਤੀ। ਸ. ਰੰਧਾਵਾ ਨੇ ਕਿਹਾ ਕਿ ਰੇਲਵੇ ਪੁਲਿਸ ਵੱਲੋਂ ਦਰਜ ਕੇਸ ਵਾਪਸ ਲੈਣਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ ਜਿਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਲਿਖਿਆ ਗਿਆ ਸੀ ਅਤੇ ਹੁਣ ਉਹ ਖੁਦ ਰੇਲਵੇ ਮੰਤਰੀ ਨੂੰ ਮਿਲ ਕੇ ਇਹ ਮੰਗ ਰੱਖਣਗੇ।
ਗੰਨੇ ਦੇ ਕਿਸਾਨਾਂ ਦੇ ਬਕਾਏ ਬਾਰੇ ਗੱਲ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੀ 99 ਫੀਸਦੀ ਦੇ ਕਰੀਬ ਅਦਾਇਗੀ ਹੋ ਗਈ ਹੈ ਅਤੇ ਸਿਰਫ 8 ਕਰੋੜ ਰੁਪਏ ਬਾਕਾਇਆ ਹਨ ਜੋ ਕਿ ਕੇਂਦਰ ਸਰਕਾਰ ਦੇ ਬਫਰ ਸਟਾਕ ਸਬਸਿਡੀ ਦੇ ਹਨ ਜਿਸ ਲਈ ਕੇਂਦਰ ਕੋਲ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਵੱਡੀ ਮੰਗ ਮੰਨਦਿਆਂ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਗਿਆ ਜਿਸ ਦੀ ਨੋਟੀਫਿਕੇਸਨ ਆਉਂਦੇ ਕੁਝ ਦਿਨਾਂ ਵਿੱਚ ਜਾਰੀ ਹੋ ਜਾਵੇਗੀ।
ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਦੇ ਨਾਲ ਖੇਤਰਾਂ ਖਾਸ ਕਰਕੇ ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਤਾਰ ਪਾਰਲੀ ਜ਼ਮੀਨਾਂ ਵਿੱਚ ਖੇਤੀ ਲਈ ਨਿਰਧਾਰਤ ਸਮਾਂ ਗੇਟ ਨਾ ਖੁੱਲ੍ਹੇ ਜਾਣ ਦੀ ਮੰਗ ਉਠਾਏ ਜਾਣ ਉਤੇ ਸ. ਰੰਧਾਵਾ ਨੇ ਕਿਹਾ ਕਿ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਬੀ.ਐਸ.ਐਫ. ਕੋਲ ਇਹ ਮੁੱਦਾ ਉਠਾਉਣ ਲਈ ਹਦਾਇਤ ਕੀਤੀ ਜਾਵੇਗੀ। ਇਸੇ ਤਰ੍ਹਾਂ ਕਰਜ਼ੇ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਦੇ ਮਾਮਲਿਆਂ ਵਿੱਚ ਦੇਰੀ ਦੇ ਮੁੱਦੇ ਉਤੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਣਗੇ ਕਿ ਇਸ ਕੰਮ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇ ਅਤੇ ਨਾਲ ਹੀ ਉਨ੍ਹਾਂ ਕਿਸਾਨ ਯੂਨੀਅਨਾਂ ਨੂੰ ਮੰਗ ਕੀਤੀ ਕਿ ਵਿੱਤੀ ਸਹਾਇਤਾ ਲਈ ਨਿਰਧਾਰਤ ਮਾਪਦੰਡ ਤੈਅ ਸਮੇਂ ਅੰਦਰ ਪੂਰੇ ਕਰਕੇ ਕੇਸ ਭੇਜੇ ਜਾਣ।
ਇਸੇ ਤਰ੍ਹਾਂ ਫਸਲਾਂ ਦੇ ਖਰਾਬੇ ਦੀ ਮੁਆਵਜ਼ੀ ਦੇ ਲੰਬਿਤ ਕੁੱਝ ਮਾਮਲਿਆਂ ਬਾਰੇ ਵੀ ਉਪ ਮੁੱਖ ਮੰਤਰੀ ਨੇ ਕਿਸਾਨ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਇਸ ਸਬੰਧੀ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਨਵਤੇਜ ਸਿੰਘ ਚੀਮਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ, ਖੇਤੀਬਾੜੀ ਕਮਿਸ਼ਨਰ ਬਲਵਿੰਦਰ ਸਿੰਘ ਸਿੱਧੂ, ਕੇਨ ਕਮਿਸ਼ਨਰ ਗੁਰਵਿੰਦਰ ਸਿੰਘ, ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ, ਏ.ਡੀ.ਜੀ.ਪੀ. ਇੰਟੈਲੀਜੈਂਸ ਵਰਿੰਦਰ ਕੁਮਾਰ, ਏ.ਡੀ.ਜੀ.ਪੀ. ਜੇਲ੍ਹਾ ਪੀ.ਕੇ.ਸਿਨਹਾ, ਆਈ. ਜੀ. ਇੰਟੈਲੀਜੈਂਸ ਜਤਿੰਦਰ ਸਿੰਘ ਔਲਖ, ਆਈ.ਜੀ. ਬਾਰਡਰ ਰੇਂਜ ਸ੍ਰੀ ਐਸ.ਪੀ.ਐਸ. ਪਰਮਾਰ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਤੋਂ ਇਲਾਵਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਵਰਨ ਸਿੰਘ ਪੰਧੇਰ ਵੀ ਹਾਜ਼ਰ ਸਨ।






