Home Blog Page 2838

ਦੁਖਦਾਇਕ ਖ਼ਬਰ: ਜੰਮੂ ਕਸ਼ਮੀਰ ਦੇ ਪੁੰਛ ‘ਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ‘ਚ ਪੰਜਾਬ ਦੇ ਤਿੰਨ ਜਵਾਨ ਸ਼ਹੀਦ

0

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਲਈ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ

ਸੁਖਜਿੰਦਰ ਮਾਨ

ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਜੋ ਪੁੰਛ ਸੈਕਟਰ (ਜੰਮੂ ਕਸ਼ਮੀਰ) ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਦੇਸ਼ ਸੇਵਾ ਵਿਚ ਆਪਣੀਆਂ ਜਾਨਾਂ ਨਿਛਾਵਰ ਕਰ ਗਏ।

ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਗਈ ਸਮਰਪਣ ਭਾਵਨਾ ਅਤੇ ਇੱਥੋਂ ਤੱਕ ਕਿ ਆਪਣੀਆਂ ਜ਼ਿੰਦਗੀਆਂ ਖ਼ਤਰੇ ਵਿਚ ਪਾ ਦੇਣ ਦਾ ਸਾਹਸ ਬਾਕੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਸ਼ਿੱਦਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਹੇਗਾ।

ਦੱਸਣਯੋਗ ਹੈ ਕਿ ਮੈਕਾਨਾਈਜ਼ਡ ਇਨਫੈਂਟਰੀ (1 ਸਿੱਖ) ਦੇ ਯੂਨਿਟ-4 ਦੇ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਜ਼ਿਲ੍ਹੇ ਵਿਚ ਸਥਿਤ ਪਿੰਡ ਮਾਨਾ ਤਲਵੰਡੀ ਦੇ ਵਾਸੀ ਸਨ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਰਾਜ ਕੌਰ ਅਤੇ ਧੀ ਸਿਮਰਜੀਤ ਕੌਰ ਛੱਡ ਗਏ। ਇਸੇ ਤਰ੍ਹਾਂ 11 ਸਿੱਖ ਦੇ ਨਾਇਕ ਮਨਦੀਪ ਸਿੰਘ ਜੋ ਗੁਰਦਾਸਪੁਰ ਜ਼ਿਲ੍ਹੇ ਵਿਚ ਘਣੀਕੇ ਬਾਂਗਰ (ਅਲੀਵਾਲ ਤੋਂ ਫਤਿਹਗੜ੍ਹ ਚੂੜੀਆਂ ਰੋਡ) ਨੇੜੇ ਪਿੰਡ ਚੱਠਾ ਸ਼ੀਰਾ ਦੇ ਸਨ, ਆਪਣੇ ਪਿੱਛੇ ਪਤਨੀ ਸਰਦਾਰਨੀ ਮਨਦੀਪ ਕੌਰ ਅਤੇ ਦੋ ਪੁੱਤਰ ਛੱਡ ਗਏ ਅਤੇ 23 ਸਿੱਖ ਦੇ ਸਿਪਾਹੀ ਗੱਜਣ ਸਿੰਘ ਰੋਪੜ ਜ਼ਿਲ੍ਹੇ ਵਿਚ ਪਿੰਡ ਪਛਰੰਦਾ ਦੇ ਵਾਸੀ ਸਨ, ਜਿਨ੍ਹਾਂ ਦਾ ਵਿਆਹ ਚਾਰ ਮਹੀਨੇ ਪਹਿਲਾਂ ਹੀ ਹੋਇਆ ਸੀ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਹਰਪ੍ਰੀਤ ਕੌਰ ਛੱਡ ਗਏ।

—-

ਮੁੱਖ ਮੰਤਰੀ ਵੱਲੋਂ “ਮੇਰਾ ਘਰ ਮੇਰੇ ਨਾਮ” ਸਕੀਮ ਦਾ ਐਲਾਨ ਸ਼ਹਿਰਾਂ ਤੇ ਪਿੰਡਾਂ ‘ਚ ਲਾਲ ਲਕੀਰ ਅੰਦਰ ਰਹਿਣ ਵਾਲੇ ਵਸਨੀਕਾਂ ਨੂੰ ਮਿਲਣਗੇ ਮਾਲਕੀ ਦੇ ਹੱਕ

0

ਐਨ.ਆਰ.ਆਈਜ਼ ਦੀਆਂ ਜਾਇਦਾਦਾਂ ਦੀ ਸੁਰੱਖਿਆ ਲਈ ਕਾਨੂੰਨ ਛੇਤੀ ਹੀ ਵਿਧਾਨ ਸਭਾ ਵਿਚ ਲਿਆਂਵਾਗੇ

2 ਕਿਲੋਵਾਟ ਤੱਕ ਦੇ ਲੋਡ ਦੇ ਸਾਰੇ ਵਰਗਾਂ ਦੇ ਲਾਭਾਪਾਤਰੀਆਂ ਦੇ ਬਿਜਲੀ ਦੇ ਬਕਾਏ ਮੁਆਫ ਹੋਣਗੇ

ਸੁਖਜਿੰਦਰ ਮਾਨ

ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਸਕੀਮ ਦੇ ਤਹਿਤ ਸ਼ਹਿਰਾਂ ਅਤੇ ਪਿੰਡਾਂ ਦੇ ‘ਲਾਲ ਲਕੀਰ’ ਅੰਦਰ ਪੈਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਇਸ ਸਬੰਧ ਵਿਚ ਸਮੁੱਚੀ ਪ੍ਰਕਿਰਿਆ ਨੂੰ ਦੋ ਮਹੀਨੀਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ।

ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਹ ਸਕੀਮ ਸਿਰਫ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤੀ ਗਈ ਸੀ ਜਿਸ ਦਾ ਘੇਰਾ ਵਧਾ ਕੇ ਇਸ ਨੂੰ ਹੁਣ ਲਾਲ ਲਕੀਰ ਅੰਦਰ ਸ਼ਹਿਰਾਂ ਦੇ ਯੋਗ ਵਾਸੀਆਂ ਲਈ ਵੀ ਲਾਗੂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨੂੰ ਡਿਜੀਟਲ ਮੈਪਿੰਗ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਦਾ ਡਰੋਨ ਸਰਵੇ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸ ਤੋਂ ਬਾਅਦ ਸਾਰੇ ਯੋਗ ਵਸਨੀਕਾਂ ਨੂੰ ਢੁਕਵੀਂ ਸ਼ਨਾਖ਼ਤ/ਤਸਦੀਕ ਕਰਨ ਪਿੱਛੋਂ ਉਨ੍ਹਾਂ ਨੂੰ ਜਾਇਦਾਦ ਦਾ ਮਾਲਕਾਨਾ ਹੱਕ ਦੇਣ ਲਈ ਜਾਇਦਾਦ ਕਾਰਡ (ਸੰਨਦ) ਦਿੱਤੇ ਜਾਣਗੇ।

ਇਸ ਪ੍ਰਕਿਰਿਆ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਇਸ ਸਬੰਧੀ ਆਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇਗਾ ਅਤੇ ਇਸ ਲਈ ਸਬੰਧਤ ਲੋਕਾਂ ਪਾਸੋਂ ਕੋਈ ਜਵਾਬ ਨਾ ਆਉਣ ਦੀ ਸੂਰਤ ਵਿਚ ਜਾਇਦਾਦ ਕਾਰਡ ਜਾਰੀ ਕਰ ਦਿੱਤੇ ਜਾਣਗੇ ਜਿਸ ਨਾਲ ਰਜਿਸਟਰੀ ਦਾ ਮੰਤਵ ਪੂਰਾ ਹੋ ਜਾਵੇਗਾ। ਇਸ ਨਾਲ ਉਹ ਬੈਂਕਾਂ ਪਾਸੋਂ ਕਰਜ਼ਾ ਹਾਸਲ ਕਰਨ ਜਾਂ ਜਾਇਦਾਦ ਵੇਚ-ਵੱਟ ਸਕਦੇ ਹਨ ਜਿਸ ਨਾਲ ਜਾਇਦਾਦ ਦੀ ਕੀਮਤ ਵਧੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸ਼ਹਿਰਾਂ ਵਿਚ ਪੁਰਾਣੀਆਂ ਆਬਾਦੀਆਂ (ਮੁਹੱਲਿਆਂ) ਵਿਚ ਆਉਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਵੀ ਇਸ ਸਕੀਮ ਦੇ ਘੇਰੇ ਹੇਠ ਲਿਆਂਦਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਐਨ.ਆਰ.ਆਈਜ਼ ਜੋ ਪਿੰਡਾਂ ਤੇ ਸ਼ਹਿਰਾਂ ਵਿਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਉਤੇ ਕਾਬਜ਼ ਹਨ, ਨੂੰ ਵੀ ਇਤਰਾਜ਼ ਉਠਾਉਣ ਲਈ ਸੂਚਿਤ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਨੂੰ ਵੀ ਜਾਇਦਾਦ ਦੇ ਮਾਲਕੀ ਹੱਕ ਦਿੱਤੇ ਜਾ ਸਕਣ।

ਵਿਦੇਸ਼ਾਂ `ਚ ਵਸੇ ਪਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਦੀ ਰਾਖੀ ਲਈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਸਬੰਧੀ ਜਲਦ ਹੀ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਲਿਆਏਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਐਨ.ਆਰ.ਆਈਜ਼ ਦੀ ਮਲਕੀਅਤ ਵਾਲੀ ਖੇਤੀ ਜ਼ਮੀਨ ਦੀ ਗਿਰਦਾਵਰੀ ਉਨ੍ਹਾਂ ਦੇ ਨਾਂ `ਤੇ ਕੀਤੀ ਜਾਵੇਗੀ ਤਾਂ ਜੋ ਕੁਝ ਅਨੈਤਿਕ ਤੱਤਾਂ ਦੁਆਰਾ ਜਾਇਦਾਦਾਂ ਦੀ ਗੈਰਕਨੂੰਨੀ/ਧੋਖਾਧੜੀ ਨਾਲ ਵਿਕਰੀ ਨੂੰ ਰੋਕਿਆ ਜਾ ਸਕੇ।

2 ਕਿਲੋਵਾਟ ਲੋਡ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਦੇ ਮੁੱਦੇ `ਤੇ ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਜਾਤ, ਨਸਲ ਅਤੇ ਧਰਮ ਦੇ ਵਖਰੇਵੇਂ ਤੋਂ ਬਿਨਾਂ ਹਰੇਕ ਨੂੰ ਇਸ ਮੁਆਫੀ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ 72 ਲੱਖ ਖਪਤਕਾਰਾਂ ਵਿੱਚੋਂ ਰਾਜ ਭਰ ਦੇ ਲਗਭਗ 52 ਲੱਖ ਖਪਤਕਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਖਪਤਕਾਰ ਨੂੰ ਆਏ ਪਿਛਲੇ ਬਿੱਲ ਵਿੱਚ ਦਰਸਾਏ ਬਕਾਏ ਹੀ ਮੁਆਫ ਕੀਤੇ ਜਾਣਗੇ।

ਦੇਸ਼ ਵਿੱਚ ਕੋਲੇ ਦੀ ਭਾਰੀ ਘਾਟ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੋਲਾ ਮੰਤਰਾਲੇ ਕੋਲ ਪਹਿਲਾਂ ਹੀ ਇਹ ਮੁੱਦਾ ਉਠਾਇਆ ਹੋਇਆ ਹੈ ਤਾਂ ਜੋ ਬਿਜਲੀ ਸੰਕਟ ਨੂੰ ਟਾਲਿਆ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕੋਲੇ ਦੀ ਕਮੀ ਦੇ ਬਾਵਜੂਦ ਸੂਬੇ ਵਿੱਚ ਬੱਤੀ ਗੁੱਲ ਹੋਣ ਨਹੀਂ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਾਣਬੁੱਝ ਕੇ ਬਿਜਲੀ ਦਾ ਕੋਈ ਕੱਟ ਨਹੀਂ ਲਗਾਇਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਵਿਧਾਇਕ ਮਦਨ ਲਾਲ ਜਲਾਲਪੁਰ ਮੌਜੂਦ ਸਨ।

—-

ਪੰਜਾਬ ਚ ਜੀਐੱਸਟੀ ਮਾਲੀਏ ਵਿੱਚ 24.76 ਫੀਸਦੀ ਹੋਇਆ ਵਾਧਾ

0

ਇਸ ਸਾਲ ਸਤੰਬਰ ਵਿੱਚ 1316.51 ਕਰੋੜ ਰੁਪਏ ਮਾਲੀਏ ਦੇ ਮੁਕਾਬਲੇ ਸਾਲ 2020-21 ‘ਚ ਇਸ ਮਹੀਨੇ ਦੌਰਾਨ 1055.24 ਕਰੋੜ ਰੁਪਏ ਮਾਲੀਆ ਹੋਇਆ ਸੀ ਇੱਕਤਰ

ਸੁਖਜਿੰਦਰ ਮਾਨ

ਚੰਡੀਗੜ੍ਹ, 11 ਅਕਤੂਬਰ:ਵਸਤਾਂ ਅਤੇ ਸੇਵਾਵਾਂ ਕਰ (ਜੀਐਸਟੀ) ਤੋਂ ਸਤੰਬਰ, 2021 ਵਿੱਚ ਪੰਜਾਬ ਨੇ 1316.51 ਕਰੋੜ ਰੁਪਏ ਮਾਲੀਆ ਇੱਕਤਰ ਕੀਤਾ ਹੈ ਜਦੋਂਕਿ ਪਿਛਲੇ ਸਾਲ ਸਤੰਬਰ, 2020 ਦੌਰਾਨ 1055. 24 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਗਿਆ ਸੀ, ਜੋ ਕਿ 24.76 ਫ਼ੀਸਦੀ ਵਾਧਾ ਦਰਸਾਉਂਦਾ ਹੈ। ਇਹ ਵਾਧਾ ਕੋਵਿਡ-19 ਦੀ ਦੂਜੀ ਲਹਿਰ ਤੋਂ ਬਾਅਦ ਤੇਜ਼ੀ ਨਾਲ ਹੋ ਰਹੇ ਆਰਥਿਕ ਸੁਧਾਰ ਦਾ ਸੂਚਕ ਹੈ।
ਟੈਕਸੇਸ਼ਨ ਕਮਿਸ਼ਨਰੇਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਜੀ.ਐਸ.ਟੀ. ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਦਾ ਹੈ ਕਿ ਲੋਹਾ ਤੇ ਇਸਪਾਤ, ਆਟੋਮੋਬਾਈਲਜ਼, ਬੀਮਾ, ਟੈਲੀਕਾਮ, ਟਰਾਂਸਪੋਰਟ, ਬੈੰਕਿੰਗ ਅਤੇ ਨਾਨ-ਵੈਟ ਪੈਟਰੋਲੀਅਮ ਪ੍ਰੋਡਕਟਸ ਆਦਿ ਖੇਤਰਾਂ ਦੇ ਟੈਕਸ ਵਿੱਚ ਵਾਧਾ ਹੋਇਆ ਹੈ।
ਜੀ.ਐਸ.ਟੀ. ਮਾਲੀਏ ਵਿੱਚ ਸਤੰਬਰ, 2021 ਤੱਕ ਪਿਛਲੇ ਸਾਲ ਨਾਲੋਂ 67.55 ਫ਼ੀਸਦ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮਹਾਂਮਾਰੀ ਤੋਂ ਪਿਛਲੇ ਵਿੱਤੀ ਸਾਲ 2019-20 ਦੀ ਤੁਲਨਾ ਵਿੱਚ ਮੌਜੂਦਾ ਸਾਲ ਦੀ ਪਹਿਲੀ ਛਿਮਾਹੀ ਦੌਰਾਨ 54 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਟੈਕਸ ਚੋਰੀ ਦੀਆਂ ਗਤੀਵਿਧੀਆਂ ‘ਤੇ ਕੜੀ ਨਿਗਰਾਨੀ ਅਤੇ ਨਿਯੰਤਰਣ, ਕਰਦਾਤਾਵਾਂ ਵੱਲੋਂ ਜੀ.ਐਸ.ਟੀ. ਨਿਯਮਾਂ ਦੀ ਪਾਲਣਾ, ਮਸ਼ੀਨ ਲਰਨਿੰਗ ਆਧਾਰ ‘ਤੇ ਪ੍ਰਭਾਵਸ਼ਾਲੀ ਡਾਟਾ ਵਿਸ਼ਲੇਸ਼ਣ ਅਤੇ ਫਰਜ਼ੀ ਬਿਲਿੰਗ ਨੂੰ ਠੱਲ੍ਹ ਪਾਉਣ ਕਰਕੇ ਇਹ ਵਾਧਾ ਹੋਇਆ ਹੈ।
ਬੁਲਾਰੇ ਨੇ ਕਿਹਾ ਕਿ ਹੁਣ ਤੱਕ ਦੇ ਮਾਲੀਏ ਵਿੱਚ ਹੋਣ ਵਾਲੇ ਵਾਧੇ ਦਾ ਰੁਝਾਨ ਆਉਣ ਵਾਲੇ ਮਹੀਨਿਆਂ ਵਿੱਚ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਉਹਨਾਂ ਅੱਗੇ ਕਿਹਾ ਕਿ ਵਿੱਤੀ ਸਾਲ 2021-22 ਵਿੱਚ ਵੈਟ ਅਤੇ ਸੀਐਸਟੀ ਮਾਲੀਆ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਇਸ ਸਾਲ 41.09 ਫ਼ੀਸਦ ਅਤੇ 18.68 ਫ਼ੀਸਦ ਵਾਧਾ ਹੋਇਆ ਹੈ। ਇਸ ਸਾਲ ਸਤੰਬਰ ‘ਚ ਜੀਐਸਟੀ, ਵੈਟ ਅਤੇ ਸੀਐਸਟੀ ਦੇ ਕੁੱਲ ਮਾਲੀਆ ਇੱਕਤਰ ਕਰਨ ਵਿੱਚ 29.47 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਸ ਸਾਲ ਸਤੰਬਰ ਵਿੱਚ 1965.99 ਰੁਪਏ ਕਰੋੜ ਮਾਲੀਆ ਇੱਕਤਰ ਹੋਇਆ ਜਦੋਂਕਿ ਸਾਲ 2020-21 ਦੇ ਇਸ ਮਹੀਨੇ ਦੌਰਾਨ 1518.52 ਕਰੋੜ ਰੁਪਏ ਮਾਲੀਆ ਇੱਕਤਰ ਹੋਇਆ ਸੀ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਮਾਈਸਰਖਾਨਾ ਦੇ ਮੰਦਰ ਵਿਖੇ ਹੋਈ ਨਤਮਸਤਕ

0

ਆਪਸੀ ਭਾਈਚਾਰਕ ਸਾਂਝ ਮਜ਼ਬੂਤ ਬਣਾਉਣ ਲਈ ਹਮੇਸ਼ਾਂ ਯਤਨਸ਼ੀਲ ਹੈ ਸ਼੍ਰੋਮਣੀ ਅਕਾਲੀ ਦਲ

ਸੁਖਜਿੰਦਰ ਮਾਨ

ਬਠਿੰਡਾ 11ਅਕਤੂਬਰ :- ਨਵਰਾਤਰਿਆਂ ਦੇ ਸ਼ੁਭ ਦਿਹਾਡ਼ੇ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਮੰਦਿਰ ਮਾਈਸਰਖਾਨਾ ਵਿਖੇ ਮਾਤਾ ਦੇ ਦਰਬਾਰ ਨਤਮਸਤਕ ਹੋਏ ਅਤੇ ਨਵਰਾਤਰਿਆਂ ਦੀ ਵਧਾਈ ਦਿੱਤੀ ।ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ਼ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਵਪਾਰ ਵਿੰਗ ਦੇ ਸਕੱਤਰ ਜਨਰਲ ਸਰੂਪ ਸਿੰਗਲਾ, ਮੈਂਬਰ ਪੀ ਏ ਸੀ, ਜਨਰਲ ਸਕੱਤਰ ਤੇ ਸਪੋਕਸਮੈਨ ਮੋਹਿਤ ਗੁਪਤਾ , ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ,ਵਿਧਾਨ ਸਭਾ ਹਲਕਾ ਮਾਨਸਾ ਤੋਂ ਉਮੀਦਵਾਰ ਪ੍ਰੇਮ ਅਰੋੜਾ, ਮਨੋਜ ਗਰਗ ਵੀ ਹਾਜ਼ਰ ਸਨ । ਇਸ ਮੌਕੇ ਨਵਰਾਤਰਿਆਂ ਦੇ ਸ਼ੁਭ ਦਿਹਾਡ਼ੇ ਮੌਕੇ ਵਧਾਈ ਦਿੰਦਿਆਂ ਸਾਬਕਾ ਕੇਂਦਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਬਣਾਉਣ ਅਤੇ ਹਰ ਵਰਗ ਦੀ ਖੁਸ਼ਹਾਲੀ ਤੇ ਤਰੱਕੀ ਲਈ ਯਤਨਸ਼ੀਲ ਰਿਹਾ ਹੈ । ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਵੱਲੋਂ ਹਰ ਵਰਗ ਦੀ ਚਡ਼੍ਹਦੀ ਕਲਾ ਅਤੇ ਇਤਿਹਾਸਕ ਦਿਨਾਂ ਨੂੰ ਸਮਰਪਿਤ ਯਾਦਗਾਰਾਂ ਸਥਾਪਤ ਕੀਤੀਆਂ ਗਈਆਂ ਹਨ ਤੇ ਇਹ ਯਤਨ ਹਮੇਸ਼ਾਂ ਹੀ ਜਾਰੀ ਰਹਿਣਗੇ ਤੇ ਪੰਜਾਬ ਦੀ ਖੁਸ਼ਹਾਲੀ ਤਰੱਕੀ ਅਤੇ ਹਰ ਵਰਗ ਦੀ ਚਡ਼੍ਹਦੀ ਕਲਾ ਲਈ ਯਤਨ ਕੀਤੇ ਜਾਣਗੇ । ਇਸ ਮੌਕੇ ਮੰਦਿਰ ਮਾਈਸਰਖਾਨਾ ਦੀ ਮੈਨੇਜਮੈਂਟ ਵੱਲੋਂ ਸਾਬਕਾ ਕੇਂਦਰੀ ਮੰਤਰੀ ਸਮੇਤ ਲੀਡਰਸ਼ਿਪ ਦਾ ਸਨਮਾਨ ਵੀ ਕੀਤਾ ਗਿਆ ।

ਬਿਜਲੀ ਬਕਾਇਆ ਸਕੀਮ ਦੀ ਮੁਆਫ਼ੀ ਦਾ ਲਾਭ ਛੋਟੇ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਵੀ ਦਿੱਤਾ ਜਾਵੇ: ਸਿੰਗਲਾ/ਮੋਹਿਤ

0

ਸੁਖਜਿੰਦਰ ਮਾਨ

ਬਠਿੰਡਾ 11 ਅਕਤੂਬਰ :-ਪੰਜਾਬ ਸਰਕਾਰ ਵੱਲੋਂ ਦੋ ਕਿਲੋਵਾਟ ਤੱਕ ਦੇ ਬਿਜਲੀ ਖਪਤਕਾਰਾਂ ਨੂੰ ਪਿਛਲੇ ਬਕਾਏ ਮੁਆਫ ਕਰਨ ਦੀ ਲਿਆਂਦੀ ਸਕੀਮ ਨੂੰ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸੂਬੇ ਦੇ ਛੋਟੇ ਵਪਾਰੀਆਂ ਅਤੇ ਆਮ ਦੁਕਾਨਦਾਰਾਂ ਉੱਪਰ ਵੀ ਲਾਗੂ ਕਰਨ ਦੀ ਮੰਗ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ਼ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਤੇ ਵਪਾਰ ਵਿੰਗ ਦੇ ਸਕੱਤਰ ਜਨਰਲ ਸਰੂਪ ਸਿੰਗਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੀ ਏ ਸੀ, ਜਨਰਲ ਸਕੱਤਰ ਅਤੇ ਸਪੋਕਸਮੈਨ ਮੋਹਿਤ ਗੁਪਤਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਕਾਲੇ ਦੌਰ ਕਰਕੇ ਆਮ ਦੁਕਾਨਦਾਰ ਤੇ ਛੋਟੇ ਵਪਾਰੀ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ। ਉਸ ਤੋਂ ਵੱਡਾ ਨੁਕਸਾਨ ਪੰਜਾਬ ਦੇ ਵਪਾਰੀਆਂ ਨੂੰ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਰਕੇ ਝੱਲਣਾ ਪਿਆ ਅਤੇ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਵਪਾਰੀਆਂ ਨੂੰ ਕੋਈ ਰਾਹਤ ਨਹੀਂ ਦਿੱਤੀ, ਜਿਸ ਕਰਕੇ ਕੋਰੋਨਾ ਮਹਾਂਮਾਰੀ ਕਰਕੇ ਉਨ੍ਹਾਂ ਨੂੰ ਵੀ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਤੇ ਅੱਜ ਪੰਜਾਬ ਦੇ ਵਪਾਰੀਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਜਿਸ ਪਾਸੇ ਸਰਕਾਰ ਦਾ ਕੋਈ ਧਿਆਨ ਨਹੀਂ ।ਇਸ ਲਈ ਮੁੱਖ ਮੰਤਰੀ ਪੰਜਾਬ ਨੂੰ ਹਰ ਵਰਗ ਦੀ ਸੋਚ ਨੂੰ ਮੁੱਖ ਰੱਖ ਕੇ ਰਾਹਤ ਦੇਣੀ ਚਾਹੀਦੀ ਹੈ, ਇਹ ਐਲਾਨ ਸਵਾਗਤਯੋਗ ਹੈ ਪ੍ਰੰਤੂ ਇਸ ਦਾ ਦਾਇਰਾ ਵਧਾਉਂਦੇ ਹੋਏ ਛੋਟੇ ਦੁਕਾਨਦਾਰਾਂ ਤੇ ਛੋਟੇ ਵਪਾਰੀਆਂ ਅਤੇ ਹੋਰਨਾਂ ਵਰਗਾਂ ਨੂੰ ਵੀ ਰਾਹਤ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਦੋ ਕਿਲੋਵਾਟ ਤੱਕ ਦੇ ਪਿਛਲੇ ਬਕਾਏ ਮੁਆਫ਼ ਕਰਨ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲ ਸਕੇ ਕਿਉਂਕਿ ਕਰੋਨਾ ਮਹਾਂਮਾਰੀ ਕਰਕੇ ਵਪਾਰ ਵੀ ਖ਼ਤਮ ਹੋਇਆ ਹੈ ਤੇ ਵਪਾਰੀਆਂ ਦੇ ਵੀ ਬਿਜਲੀ ਬਿੱਲ ਬਕਾਇਆ ਪਏ ਹਨ ਤੇ ਉਹ ਵੀ ਪੰਜਾਬ ਦੇ ਵਸਨੀਕ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਰਾਹਤ ਨਹੀਂ ਦਿੰਦੀ ਤਾਂ ਨਿੰਦਣਯੋਗ ਹੋਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਛੋਟੇ ਦੁਕਾਨਦਾਰਾਂ ਤੇ ਵਪਾਰੀਆਂ ਅਤੇ ਪੰਜਾਬ ਦੇ ਵਪਾਰੀ ਵਰਗ ਨੂੰ ਰਾਹਤ ਦੇਣ ਲਈ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।

ਰਾਜਾ ਵੜਿੰਗ ਨੇ ਅਰਵਿੰਦ ਕੇਜਰੀਵਾਲ ਤੋਂ ਮਿਲਣ ਦਾ ਮੰਗਿਆ ਸਮਾਂ, ਜਾਣੋ ਕਿਉਂ ?

0

ਦਿੱਲੀ ਕੌਮਾਂਤਰੀ ਹਵਾਈ ਅੱਡੇ ‘ਤੇ ਮੰਗੀ ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਐਂਟਰੀ  
ਸੁਖਜਿੰਦਰ ਮਾਨ
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੀ ਜਨਤਕ ਬੱਸ ਸੇਵਾ ਨੂੰ ਪੈਰਾਂ ਸਿਰ ਖੜ੍ਹੇ ਕਰਨ ਲਈ ਪਿਛਲੇ ਕੁਝ ਦਿਨਾਂ ਤੋਂ ਭੱਜ ਦੌੜ ਕਰ ਰਹੇ ਸੂਬੇ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਮਿਲਣ ਦਾ ਸਮਾਂ ਮੰਗਿਆ ਹੈ। ਉਨ੍ਹਾਂ ਇਹ ਸਮਾਂ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਦਿੱਲੀ ਸਰਕਾਰ ਦੁਆਰਾ ਪੰਜਾਬ ਦੀ ਸਰਕਾਰੀ ਬੱਸ ਸੇਵਾ ਦੀ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਜਾਣ ਤੋਂ ਲੱਗੀ ਰੋਕ ਨੂੰ ਹਟਾਉਣ ਲਈ ਚਾਰਾਜੋਈ ਕਰਨ ਵਾਸਤੇ ਮੰਗਿਆ ਹੈ।ਦਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿੱਚ ਜਾਣ ਵਾਲੇ ਪੰਜਾਬੀਆਂ ਨੂੰ ਕਿਫਾਇਤੀ ਦਰ ਉਪਰਲਿਜਾਣ ਤੇ ਲਿਆਉਣ ਲਈ ਸੂਬੇ ਦੇ ਵੱਖ ਵੱਖ ਸਹਿਰਾ ਤੋਂ ਇਹ ਬੱਸ ਸੇਵਾ ਚਲਾਈ ਜਾ ਰਹੀ ਸੀ ਪਰੰਤੂ ਦਿੱਲੀ ਦੇ ਟ੍ਰਾਂਸਪੋਰਟ ਵਿਭਾਗ ਨੇ ਨਵੰਬਰ 2018 ਵਿੱਚ ਇਸ ਸੇਵਾ ਦੀ ਬਰੇਕ ਲਗਾ ਦਿੱਤੀ ਗਈ ਸੀ ਪਰੰਤੂ ਪ੍ਰਾਈਵੇਟ ਟ੍ਰਾਂਸਪੋਰਟ ਲਗਾਤਾਰ ਚੱਲ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਦੋਸ ਲਗਾਇਆ ਕਿ “ਦਿੱਲੀ ਸਰਕਾਰ ਦੀ ਆਮ ਲੋਕਾਂ ਪ੍ਰਤੀ ਬੇਰੁਖ਼ੀ ਦਾ ਪਤਾ ਇਸ ਗੱਲ ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ

ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਹੋਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦਾ ਟਰਾਂਸਪੋਰਟ ਮੰਤਰੀ ਹੋਣ ਦੇ ਨਾਤੇ ਲੋਕਾਂ ਨੂੰ ਸਸਤਾ ਅਤੇ ਵਧੀਆ ਸੇਵਾਵਾਂ ਦੇਣਾ ਮੇਰਾ ਮੁੱਢਲਾ ਫ਼ਰਜ਼ ਬਣਦਾ ਹੈ ਅਤੇ ਮੈਂ ਪਹਿਲੇ ਦਿਨ ਤੋਂ ਇਸ ਦਿਸ਼ਾ ਵਿੱਚ ਕੰਮ ਕਰ ਰਿਹਾ ਹਾਂ। ਵੜਿੰਗ ਨੇ ਅੱਗੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਲਟਕਾਏ ਜਾ ਰਹੇ ਇਸ ਮੁੱਦੇ ਦੇ ਹੱਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਨਿੱਜੀ ਤੌਰ ‘ਤੇ ਮਿਲਣ ਲਈ ਢੁਕਵੀਂ ਤਰੀਕ ਅਤੇ ਸਮਾਂ ਮੰਗਿਆ ਹੈ ਤਾਂ ਜੋ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਬੱਸ ਸੇਵਾ ਬੰਦ ਕਰਨ ਦੇ ਦਿੱਲੀ ਸਰਕਾਰ ਦੇ ਫ਼ੈਸਲੇ ਨੂੰ ਰੱਦ ਕਰਵਾ ਸਕਾਂ ।ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ ਵੀ ਦਿੱਲੀ ਟਰਾਂਸਪੋਰਟ ਅਥਾਰਿਟੀ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਕਈ ਪੱਤਰ ਲਿਖਣ ਸਮੇਤ ਕਈ ਵਾਰ ਬੇਨਤੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ ਪਰ ਕੋਈ ਲਾਭ ਨਹੀਂ ਹੋਇਆ। ਮੰਤਰੀ ਨੇ ਇਸ ਲੋਕ-ਪੱਖੀ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਦੀ ਜਨਤਾ ਤੋਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਅਤੇ ਨਿਰੰਤਰ ਸਹਿਯੋਗ ਦੀ ਮੰਗ ਵੀ ਕੀਤੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਮੰਤਰੀ ਬਣਨ ਦੇ ਕੁਝ ਦਿਨਾਂ ਵਿੱਚ ਹੀ ਰਾਜਾ ਵੜਿੰਗ ਨੇ ਪਿਛਲੇ ਕੁਝ ਸਮੇਂ ਤੋਂ ਚਰਚਿਤ ਪ੍ਰਾਈਵੇਟ ਟਰਾਂਸਪੋਰਟ ਮਾਫੀਆ ਨੂੰ ਵੱਡੀ ਨੱਥ ਪਾਈ ਹੈ ਅਤੇ ਬਿਨਾਂ ਟੈਕਸ ਭਰੇ ਸੜਕਾਂ ਤੇ ਚੱਲ ਰਹੀਆਂ ਦਰਜਨਾਂ ਬੱਸਾਂ ਨੂੰ ਜ਼ਬਤ ਕੀਤਾ ਹੈ।

ਰਾਜਾ ਵੜਿੰਗ ਐਕਸ਼ਨ ਵਿੱਚ: ਟਰਾਂਸਪੋਰਟ ਵਿਭਾਗ ਨੇ ਬਿਨਾਂ ਟੈਕਸ ਭਰੇ ਚਲਦੀਆਂ 25 ਬੱਸਾਂ ਹੋਰ ਕੀਤੀਆਂ ਜ਼ਬਤ

0

ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਬਲਦੇਵ ਸਿੰਘ ਰੰਧਾਵਾ

ਸੁਖਜਿੰਦਰ ਮਾਨ

ਚੰਡੀਗੜ੍ਹ/ਗੁਰਦਾਸਪੁਰ, 10 ਅਕਤੂਬਰ:ਟਰਾਂਸਪੋਰਟ ਵਿਭਾਗ ਗੁਰਦਾਸਪੁਰ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਬਿਨਾਂ ਟੈਕਸ, ਬਿਨਾਂ ਟਾਈਮ ਤੋਂ ਚਲ ਰਹੀਆਂ ਵੱਡੇ ਘਰਾਂ ਦੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਨੂੰ ਜ਼ਬਤ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬਲਦੇਵ ਸਿੰਘ ਰੰਧਾਵਾ, ਰਿਜਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਜੋ ਬਿਨਾਂ ਟੈਕਸ, ਡਿਫਾਲਟਰ ਅਤੇ ਬਿਨਾਂ ਟਾਈਮ ਤੋੋਂ ਚੱਲ ਰਹੀਆਂ ਸਨ, ਸਬੰਧੀ ਕਾਰਵਾਈ ਕੀਤੀ ਗਈ ਹੈ ਜਿਸ ਵਿਚ ਵੱਡੇ ਘਰਾਂ ਦੀ ਬੱਸਾਂ ਦੀਆਂ ਨਿੱਜੀ ਕੰਪਨੀਆਂ ਜਿਵੇਂ ਰਾਜਧਾਨੀ, ਡੱਬਵਾਲੀ ਤੇ ਲਿਬੜਾ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ, ਨੂੰ ਜ਼ਬਤ ਕੀਤਾ ਗਿਆ ਹੈ।

ਸ੍ਰੀ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਟਰਾਂਸਪੋਰਟ ਵਿਭਾਗ ਵਿੱਚ ਪਾਰਦਰਸੀ ਅਤੇ ਪ੍ਰਭਾਵਸ਼ਾਲੀ ਕੰਮਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ਵਿੱਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਹੈ ਤੇ ਅਗਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

ਆਪ ਨੂੰ ਝਟਕਾ, ਸੀਨੀਅਰ ਆਗੂ ਕਾਗਰਸ ਵਿੱਚ ਸਾਮਲ

0

ਸੁਖਜਿੰਦਰ ਮਾਨ

ਬਠਿੰਡਾ 10 ਅਕਤੂਬਰ: ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਭੁਪਿੰਦਰ ਸਿੰਘ ਜਿਹਨਾਂ ਨੇ 2014 ਤੋਂ ਆਮ ਆਦਮੀ ਪਾਰਟੀ ਦੀ ਦਿਨ ਰਾਤ ਸੇਵਾ ਕੀਤੀ। ਉਹਨਾਂ ਅਪਣੇ ਸਾਰੇ ਆਹੁਦੇ ਛੱਡ ਪਾਰਟੀ ਤੋਂ ਅਸਤੀਫ਼ਾ ਦੇ ਅੱਜ ਅਪਣੇ ਸਾਥੀਆਂ ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਕਰਨਵੀਰ ਸਿੰਘ ਸ਼ਰਮਾ, ਭਾਰਤ ਭੂਸ਼ਨ ਸ਼ਰਮਾ, ਹਰਭਜਨ ਸਿੰਘ, ਸਵਰਨਜੀਤ ਕੌਰ, ਗੁਰਤੇਜ ਕੌਰ, ਹਰੀਰਾਜ, ਬੀਬੀ ਕਮਲਾ ਜੀ, ਰਾਜ ਕੁਮਾਰ, ਬੀਬੀ ਬਬਲੀ ਜੀ, ਸੰਦੀਪ ਸਿੰਘ, ਮੱਖਣ ਸਿੰਘ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਬਠਿੰਡਾ ਕਾਂਗਰਸ ਦੇ ਸੀਨੀਅਰ ਲੀਡਰ ਅਰੁਣ ਵਧਾਵਨ, ਕੇ ਕੇ ਅਗਰਵਾਲ, ਰਾਜਨ ਗਰਗ,ਜੈਜੀਤ ਸਿੰਘ ਜੌਹਲ ਨੇ ਉਹਨਾਂ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕੀਤਾ।

ਜਿਕਰਯੋਗ ਹੈ ਕਿ 2021 ਵਿੱਚ ਭੁਪਿੰਦਰ ਸਿੰਘ ਨੇ ਬਠਿੰਡਾ ਨਗਰ ਨਿਗਮ ਦੀ ਚੋਣ ਵਾਰਡ ਨੰ. 4 ਤੋਂ ਲੜੀ ਸੀ ਅਤੇ ਉਹਨਾਂ ਨੂੰ ਆਪ ਦੇ ਸਾਰੇ 50 ਉਮੀਦਵਾਰਾਂ ਚੋਂ ਸਭ ਤੋਂ ਵੱਧ ਵੋਟਾਂ ਹਾਸਲ ਹੋਇਆਂ ਸਨ।

ਜੰਮੂ ਕਸ਼ਮੀਰ ‘ਚ ਘੱਟਗਿਣਤੀਆਂ ‘ਤੇ ਹੋਏ ਹਮਲੇ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਨੇ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ

0

ਮੋਦੀ ਸਰਕਾਰ ਕਸ਼ਮੀਰ ਵਿੱਚ ਘੱਟ ਗਿਣਤੀ ਹਿੰਦੂਆਂ ਅਤੇ ਸਿੱਖਾਂ ਦੀ ਰੱਖਿਆ ਕਰਨ ਵਿੱਚ ਫੇਲ੍ਹ ਸਾਬਿਤ ਹੋਈ: ਜਗਰੂਪ ਗਿੱਲ

ਸੁਖਜਿੰਦਰ ਮਾਨ 

ਬਠਿੰਡਾ, 10 ਅਕਤੂਬਰ: ਪਿਛਲੇ ਦਿਨੀਂ ਜੰਮੂੁ ਕਸ਼ਮੀਰ ਵਿੱਚ ਮਾਰੇ ਗਏ ਘੱਟ ਗਿਣਤੀ ਹਿੰਦੂਆਂ ਅਤੇ ਸਿੱਖਾਂ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਪੁਰਜ਼ੋਰ ਮੰਗ ਕਰਦੇ ਹੋਏ ਅੱਜ ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਗਿੱਲ ਦੀ ਅਗਵਾਈ ਵਿੱਚ ਫਾਇਰ ਬ੍ਰਿਗੇਡ ਚੌਂਕ ਵਿਖੇ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਜਗਰੂਪ ਸਿੰਘ ਗਿੱਲ, ਲੀਗਲ ਸੈੱਲ ਦੇ ਸੂਬਾ ਮੀਤ ਪ੍ਰਧਾਨ ਨਵਦੀਪ ਸਿੰਘ ਜੀਦਾ, ਟ੍ਰੇਡ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਿਲ ਠਾਕੁਰ, ਡਿਪਟੀ ਜਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਅੰਮ੍ਰਿਤ ਅਗਰਵਾਲ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਘੱਟ ਗਿਣਤੀਆਂ ਨੂੰ ਸ਼ਰ੍ਹੇਆਮ ਗੋਲੀਆਂ ਨਾਲ ਮਾਰ ਦੇਣਾ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਆਮ ਆਦਮੀ ਪਾਰਟੀ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਇਸ ਘਟਨਾ ਕ੍ਰਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦੀ ਹੈ। ਉਹਨਾ ਨੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜਾਹਿਰ ਕਰਦੇ ਹੋਏ ਕਿਹਾ ਕਿ ਕਦੇ ਧਾਰਾ 370 ਅਤੇ ਕਦੇ ਨੋਟਬੰਦੀ ਦਾ ਡਰਾਮਾ ਕਰਕੇ ਕਸ਼ਮੀਰ ਵਿੱਚ ਸ਼ਾਂਤੀ ਲਿਆਉਣ ਦਾ ਦਾਅਵਾ ਕਰਨ ਵਾਲੀ ਸਰਕਾਰ ਹੁਣ ਘੱਟ ਗਿਣਤੀਆਂ ਦੀਆਂ ਮੌਤਾਂ ਉਤੇ ਮੌਨ ਧਾਰਨ ਕਰਕੇ ਬੈਠੀ ਹੈ। ਉਹਨਾ ਨੇ ਕਿਹਾ ਕਿ ਦੇਸ਼ ਵਿੱਚ ਧਰਮ ਦੇ ਨਾਮ ਤੇ ਆਮ ਲੋਕਾਂ ਦਾ ਕਤਲੇਆਮ ਕਰਨਾ ਬੰਦ ਹੋਣਾ ਚਾਹੀਦਾ ਹੈ ਉਹਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਅਸੀਂ ਕਸ਼ਮੀਰੀ ਪੰਡਤਾਂ ਅਤੇ ਹੋਰ ਜਿਹੜੇ ਹਿੰਦੂ ਸਿੱਖ ਪਰਿਵਾਰ ਜੰਮੂ ਕਸ਼ਮੀਰ ਵਿੱਚ ਰਹਿੰਦੇ ਹਨ ਓਹਨਾਂ ਦੀ ਰੱਖਿਆ ਕਰਾਂਗੇ ਪਰ ਅੱਜ ਮਹੌਲ ਇਸ ਤਰ੍ਹਾਂ ਦਾ ਬਣਿਆ ਪਿਆ ਹੈ ਕਿ ਕੇਂਦਰ ਵਿੱਚ ਬੈਠੀ ਨਰਿੰਦਰ ਮੋਦੀ ਦੀ ਸਰਕਾਰ ਜੰਮੂ ਕਸ਼ਮੀਰ ਵਿੱਚ ਘੱਟ ਗਿਣਤੀਆਂ ਨੂੰ ਕੋਈ ਸੁਰੱਖਿਆ ਨਹੀਂ ਦੇ ਸਕੀ ਅਤੇ ਉੱਥੇ ਵਸਦੇ ਘੱਟ ਗਿਣਤੀਆਂ ਦੇ ਲੋਕ ਆਪਣਾ ਬੋਰੀਆ ਬਿਸਤਰਾ ਬੰਨ੍ਹ ਕੇ ਦੂਜੇ ਸੂਬਿਆਂ ਨੂੰ ਜਾ ਰਹੇ ਹਨ ਕਿਉਂਕਿ ਜੰਮੂ ਕਸ਼ਮੀਰ ਵਿੱਚ ਲਾਅ ਐਂਡ ਆਰਡਰ ਦੀ ਕੋਈ ਵਿਵਸਥਾ ਨਹੀਂ ਹੈ। ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਹਨਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਾਸੀਆਂ ਦੀ ਸੁਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਫੇਲ ਹੋਈ ਹੈ। ਉਹਨਾ ਕਿਹਾ ਕਿ ਰਾਸ਼ਟਰਵਾਦੀ ਪ੍ਰਧਾਨ ਮੰਤਰੀ ਹੋਣ ਦਾ ਝੂਠਾ ਦਾਅਵਾ ਕਰਨ ਵਾਲੇ ਨਰਿੰਦਰ ਮੋਦੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ , ਜ਼ਿਲ੍ਹਾ ਕੈਸ਼ੀਅਰ ਐੱਮ ਐੱਲ ਜਿੰਦਲ, ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ, ਬੁੱਧੀਜੀਵੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਫੁੱਲੋ ਮਿੱਠੀ, ਐਕਸ ਇੰਪਲਾਈਜ ਵਿੰਗ ਦੇ ਜ਼ਿਲਾ ਪ੍ਰਧਾਨ ਬਲਦੇਵ ਸਿੰਘ, ਲੀਗਲ ਸੈਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਸਿੱਧੂ, ਬੀ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਰਾਮਗੜ੍ਹੀਆ, ਹਰਜਿੰਦਰ ਰਾਇ, ਮਲਕੀਤ ਕੌਰ, ਅਚਲਾ ਸ਼ਰਮਾ, ਅਮਰਪਾਲ ਕੌਰ, ਬੰਟੀ ਸਿਵੀਆ, ਬਲਾਕ ਪ੍ਰਧਾਨ ਬਲਜੀਤ ਸਿੰਘ ਬੱਲੀ, ਜਗਤਾਰ ਸਿੰਘ, ਜੰਟਾ ਸਿੰਘ, ਸੰਜੀਵ ਜਿੰਦਲ, ਜਨਾਰਧਨ ਮਾਹਿਓ, ਰਘਵੀਰ ਸਿੰਘ ਅਤੇ ਹੋਰ ਬਹੁਤ ਸਾਰੇ ਆਪ ਦੇ ਵਲੰਟੀਅਰਜ ਹਾਜ਼ਿਰ ਸਨ।