Home Blog Page 3003

ਬਠਿੰਡਾ ’ਚ ਚਿੱਟੇ ਨਾਲ ਇੱਕ ਹੋਰ ਨੌਜਵਾਨ ਦੀ ਹੋਈ ਮੌਤ, ਦੋ ਦਿਨਾਂ ’ਚ ਤਿੰਨ ਨੌਜਵਾਨ ਮਰੇ

0

ਸੁਖਜਿੰਦਰ ਮਾਨ
ਬਠਿੰਡਾ, 21 ਮਾਰਚ: ਪੰਜਾਬ ਦੇ ਨੌਜਵਾਨਾਂ ਨੂੰੂ ਅਪਣੀ ਚਪੇਟ ’ਚ ਲੈਣ ਵਾਲੇ ਚਿੱਟੇ ਦੀ ਓਵਰਡੋਜ਼ ਕਾਰਨ ਅੱਜ ਬਠਿੰਡਾ ਸ਼ਹਿਰ ਦੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ। ਦੋ ਦਿਨਾਂ ’ਚ ਚਿੱਟੇ ਕਾਰਨ ਬਠਿੰਡਾ ਜ਼ਿਲ੍ਹੇ ਵਿਚ ਮਰਨ ਵਾਲਾ ਇਹ ਤੀਜ਼ਾ ਨੌਜਵਾਨ ਹੈ। ਸਥਾਨਕ ਧੋਬੀਆਣਾ ਬਸਤੀ ਦਾ ਰਹਿਣ ਵਾਲਾ ਇਹ 18 ਸਾਲਾ ਨੌਜਵਾਨ ਅਕਾਸ਼ਦੀਪ ਸਿੰਘ ਆਪਣੇ ਮਾਂ ਬਾਪ ਦੀ ਇਕਲੌਤੀ ਸੰਤਾਨ ਦਸਿਆ ਜਾ ਰਿਜਹਾ ਹੈ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਿ੍ਰਤਕ ਨੌਜਵਾਨ ਦੀ ਮਾਂ ਜਸਪ੍ਰੀਤ ਕੌਰ ਦੇ ਬਿਆਨਾਂ ’ਤੇ ਉਸਦੇ ਪੁੱਤਰ ਦੇ ਦੋਸਤ ਦੀਪੂ ਵਿਰੁਧ ਗੈਰ ਇਰਾਦਾ ਕਤਲ ਦਾ ਮੁਕੱਦਮਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਮਿ੍ਰਤਕ ਨੌਜਵਾਨ ਦਾ ਪਿਤਾ ਵੀ ਇੱਕ ਕੇਸ ’ਚ ਜੇਲ੍ਹ ਵਿਚ ਬੰਦ ਹੈ। ਪ੍ਰਵਾਰ ਵਾਲਿਆਂ ਮੁਤਾਬਕ ਕਰੀਬ ਚਾਰ ਮਹੀਨਿਆਂ ਤੋਂ ਅਕਾਸ਼ਦੀਪ ਨੇ ਨਸ਼ਾ ਕਰਨਾ ਬੰਦ ਕਰ ਦਿੱਤਾ ਸੀ ਪ੍ਰੰਤੂ ਦੀਪੂ ਉਸਨੂੰ ਬੀਤੇ ਕੱਲ ਅਪਣੇ ਨਾਲ ਲੈ ਗਿਆ ਤੇ ਚਿੱਟੇ ਦਾ ਨਸ਼ਾ ਕਰਵਾ ਦਿੱਤਾ ਪ੍ਰੰਤੂ ਜਿਆਦਾ ਮਾਤਰਾ ’ਚ ਨਸ਼ਾ ਲੈਣ ਕਾਰਨ ਉਸਦੀ ਮੌਤ ਹੋ ਗਈ। ਦਸਣਾ ਬਣਦਾ ਹੈ ਕਿ ਬੀਤੀ ਸ਼ਾਮ ਅਕਾਸ਼ਦੀਪ ਨੂੰ ਕੁੱਝ ਲੋਕ ਸਥਾਨਕ ਸਰਕਾਰੀ ਹਸਪਤਾਲ ਵਿਚ ਲੈ ਕੇ ਆਏ ਸਨ, ਜਿੱਥੇ ਡਾਕਟਰਾਂ ਨੇ ਉਸਨੂੰ ਮਿ੍ਰਤਕ ਐਲਾਨ ਦੇ ਦਿੱਤਾ ਸੀ। ਮੁਢਲੀ ਪੜਤਾਲ ਮੁਤਾਬਕ ਉਸਨੇ ਜਿਆਦਾ ਨਸ਼ਾ ਕੀਤਾ ਹੋਇਆ ਸੀ। ਇੱਥੇ ਦਸਣਾ ਬਣਦਾ ਹੈ ਕਿ ਪਿੰਡ ਭਾਈਰੂਪਾ ਦੇ ਅਰਸਦੀਪ ਸਿੰਘ ਅਤੇ ਪਿੰਡ ਪੱਕਾ ਕਲਾਂ ਦੇ ਗਗਨਦੀਪ ਸਿੰਘ ਨਾਮਕ ਦੋ ਨੌਜਵਾਨਾਂ ਦੀ ਮੌਤ ਚਿੱਟੇ ਕਾਰਨ ਹੋਈ ਸੀ। ਅਰਸਦੀਪ ਦੇ ਮਾਮਲੇ ਵਿਚ ਪੁਲਿਸ ਨੇ ਪਿੰਡ ਦੇ ਇੱਕ ਡਾਕਟਰ ਵਿਰੁਧ ਪਰਚਾ ਦਰਜ਼ ਕੀਤਾ ਸੀ। ਇਸੇ ਤਰਾਂ੍ਹ ਪੱਕਾ ਕਲਾਂ ਦੇ ਗਗਨਦੀਪ ਸਿੰਘ ਵੀ ਘਰ ਵਿਚ ਮਿ੍ਰਤਕ ਮਿਲਿਆ ਸੀ ਤੇ ਉਸਦੇ ਕੋਲੋ ਸਰਿੰਜ ਬਰਾਮਦ ਹੋਈ ਸੀ।

ਘਰ ਦੇ ਬਾਹਰ ਖ਼ੜੀ ਸਕਾਰਪੀਓ ਚੋਰੀ, ਪੁਲਿਸ ਵਲੋਂ ਜਾਂਚ ਸ਼ੁਰੂ

0

ਸੁਖਜਿੰਦਰ ਮਾਨ
ਬਠਿੰਡਾ, 21 ਮਾਰਚ: ਸਥਾਨਕ ਸ਼ਹਿਰ ਦੇ ਪਾਸ਼ ਇਲਾਕੇ ਮੰਨੇ ਜਾਂਦੇ ਨੌਰਥ ਅਸਟੇਟ ਵਿਚੋਂ ਇੱਕ ਘਰ ਦੇ ਬਾਹਰ ਖੜ੍ਹੀ ਸਕਾਰਪੀਓ ਕਾਰ ਚੋਰੀ ਹੋਣ ਦੀ ਸੂਚਨਾ ਮਿਲੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਆਗੂ ਸੋਨੂੰ ਮਹੇਸ਼ਵਰੀ ਨੇ ਦਸਿਆ ਕਿ ਇਹ ਘਟਨਾ ਅੱਜ ਸਵੇਰੇ ਮੂੁੰਹ ਹਨੇਰੇ ਵਾਪਰੀ ਹੈ, ਕਿਉਂਕਿ ਚੋਰੀ ਦੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਚੋਰੀ ਹੋਈ ਕਾਰ ਦੇ ਮਾਲਕ ਨੰਦਨ ਬਾਂਸਲ ਨੇ ਦਸਿਆ ਕਿ ਉਸਨੇ ਰੋਜ਼ ਦੀ ਤਰ੍ਹਾਂ ਚਿੱਟੇ ਰੰਗ ਦੀ ਅਪਣੀ ਸਕਾਰਪੀਓ ਕਾਰ ਨੰਬਰ ਪੀਬੀ03 ਕਿਊ 4427 ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਪ੍ਰੰਤੂ ਜਦ ਸਵੇਰੇ ਉਠ ਕੇ ਦੇਖਿਆ ਤਾਂ ਕਾਰ ਗਾਇਬ ਸੀ। ਇਸਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ। ਇਸ ਦੌਰਾਨ ਇੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਚੋਰੀ ਦੀ ਇਹ ਘਟਨਾ ਸਵੇਰੇ 4.35 ਵਜੇ ਦੇ ਕਰੀਬ ਵਾਪਰੀ ਜਦ ਇਕ ਚਿੱਟੇ ਰੰਗ ਦੀ ਆਈ-20 ਗੱਡੀ ਵਿਚ ਆਏ ਕੁੱਝ ਨੌਜਵਾਨ ਉਸਦੀ ਗੱਡੀ ਨੂੰ ਟੋਚਨ ਪਾ ਕੇ ਲੈ ਗਏ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਵਿਰੁਧ ਸ਼ਹਿਰ ’ਚ ਕੀਤਾ ਰੋਸ਼ ਪ੍ਰਦਰਸ਼ਨ
ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

0

ਸੁਖਜਿੰਦਰ ਮਾਨ
ਬਠਿੰਡਾ, 21 ਮਾਰਚ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਅੱਜ ਮੋਰਚੇ ਵਿਚ ਸ਼ਾਮਲ ਦਰਜ਼ਨਾਂ ਜਥੈਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਸ਼ਹਿਰ ਵਿਚ ਰੋਸ਼ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਬਕਾਇਆ ਮੰਗਾਂ ਦੀ ਪੂਰਤੀ ਲਈ ਮੰਗ ਪੱਤਰ ਦਿੱਤਾ ਗਿਆ। ਮੋਰਚੇ ਦੇ ਆਗੂਆਂ ਰੇਸਮ ਸਿੰਘ ਯਾਤਰੀ, ਬਲਦੇਵ ਸਿੰਘ ਸੰਦੋਹਾ ਸਿੱਧੂਪੁਰ ਪ੍ਰਸੋਤਮ ਸਿੰਘ, ਕਰਾਂਤੀਕਾਰੀ ਜਥੇਬੰਦੀ ਦੇ ਆਗੂ ਸੁਰਜੀਤ ਸਿੰਘ ਸੰਦੋਹਾ ਆਦਿ ਨੇ ਦੋਸ਼ ਲਗਾਇਆ ਕਿ ਕਿਸਾਨਾਂ ਨੇ ਮੋਦੀ ਸਰਕਾਰ ਦੇ ਵਾਅਦੇ ‘ਤੇ ਭਰੋਸਾ ਕਰਕੇ ਦਿੱਲੀ ਸਰਹੱਦ ਤੋਂ ਆਪਣਾ ਮੋਰਚਾ ਚੁੱਕਣ ਦਾ ਐਲਾਨ ਕੀਤਾ ਸੀ ਪ੍ਰੰਤੂ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹੀ ਨਹੀਂ ਹਟੀ, ਸਗੋਂ ਪੰਜਾਬ ਦੇ ਕਿਸਾਨਾਂ ਦੇ ਜਖਮਾਂ ‘ਤੇ ਲੂਣ ਛਿੜਕਣ ਦਾ ਕੰਮ ਵੀ ਕਰ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਕਿ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸ “ਤੁਰੰਤ ਪ੍ਰਭਾਵ ਨਾਲ ਵਾਪਸ ਲਏ ਜਾਣਗੇ“। ਪ੍ਰੰਤੂ ਹਾਲੇ ਵੀ ਇਹ ਕੰਮ ਅਧੂਰਾ ਹੈ, ਕਿਸਾਨਾ ਨੂੰ ਅਜੇ ਵੀ ਸੱਮਣ ਭੇਜੇ ਜਾ ਰਹੇ ਹਨ । ਅੰਦੋਲਨ ਦੌਰਾਨ ਸਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਬਾਰੇ ਅਜੇ ਤੱਕ ਕੋਈ ਰਸਮੀ ਫੈਸਲਾ ਨਹੀਂ ਹੋਇਆ। ਇਸ ਦੌਰਾਨ ਲਖੀਮਪੁਰ ਖ਼ਿਰੀ ਕਤਲ ਕਾਂਡ ਵਿੱਚ ਸਾਜਿਸ ਦੇ ਕਥਿਤ ਮੁੱਖ ਦੋਸ਼ੀ ਹਾਲੇ ਤੱਕ ਕੇਂਦਰੀ ਮੰਤਰੀ ਮੰਡਲ ਵਿੱਚ ਬਣਿਆ ਹੋਇਆ ਹੈ। ਇਸ ਦੌਰਾਨ ਪੁਲੀਸ, ਪ੍ਰਸਾਸਨ ਅਤੇ ਸਰਕਾਰੀ ਵਕੀਲ ਦੀ ਮਿਲੀਭੁਗਤ ਨਾਲ ਇਸ ਕਤਲ ਦੇ ਮੁੱਖ ਦੋਸੀ ਅਸੀਸ ਮਿਸਰਾ ਮੋਨੂ ਨੂੰ ਹਾਈ ਕੋਰਟ ਤੋਂ ਜਮਾਨਤ ਮਿਲ ਗਈ। ਆਗੂਆਂ ਨੇ ਦਸਿਆ ਕਿ ਸੰਯੁਕਤ ਕਿਸਾਨ ਮੋਰਚਾ ਨੇ 11 ਤੋਂ 17 ਅਪ੍ਰੈਲ ਤੱਕ ਐਮਐਸਪੀ ਦੀ ਕਾਨੂੰਨੀ ਗਰੰਟੀ ਹਫਤਾ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਜੇਕਰ ਉਸ ਸਮੇਂ ਤੱਕ ਵੀ ਸਰਕਾਰ ਨੇ ਆਪਣਾ ਭਰੋਸਾ ਪੂਰਾ ਨਾ ਕੀਤਾ ਤਾਂ ਕਿਸਾਨਾਂ ਕੋਲ ਮੁੜ ਤੋਂ ਅੰਦੋਲਨ ਸੁਰੂ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚੇਗਾ। ਇਸ ਮੌਕੇ ਰਣਜੀਤ ਸਿੰਘ, ਮੁਖਤਿਆਰ ਸਿੰਘ, ਅਰਜਨ ਸਿੰਘ , ਕ੍ਰਾਂਤੀਕਾਰੀ ਗੁਰਮੀਤ ਸਿੰਘ, ਕਰਮਜੀਤ ਸਿੰਘ ,ਮਾਨਸਾ ਭੋਲਾ ਸਿੰਘ, ਸੋਹਣਾ ਸਿੰਘ ਤੋ ਇਲਾਵਾ ਹੋਰ ਵੀ ਕਿਸਾਨ ਆਗੂ ਸਾਮਲ ਸਨ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਦਿੱਤਾ ਮੰਗ ਪੱਤਰ

0

ਸੁਖਜਿੰਦਰ ਮਾਨ
ਬਠਿੰਡਾ, 21 ਮਾਰਚ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਹੇਠ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਆਗੂਆਂ ਵਲੋਂ ਪ੍ਰਦਰਸ਼ਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਰਾਮਕਰਨ ਸਿੰਘ ਰਾਮਾ ਨੇ ਦਸਿਆ ਕਿ ਇਸ ਮੰਗ ਪੱਤਰ ਰਾਹੀ ਕਿਸਾਨ ਅੰਦੋਲਨ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਤੋਂ ਇਲਾਵਾ ਨਰਮੇ ਕਪਾਹ ਪੱਟੀ ਵਿੱਚ ਗੁਲਾਬੀ ਸੁੰਡੀ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਤੁਰੰਤ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸਨਰ ਨੇ ਭਰੋਸਾ ਦਿਵਾਇਆ ਕਿ 31 ਮਾਰਚ ਤੱਕ ਸਮੂਹ ਪੀੜਤ ਕਿਸਾਨਾਂ ਤੇ ਮਜਦੂਰਾਂ ਨੂੰ ਬਣਦੀ ਰਾਸ਼ੀ ਅਦਾ ਕਰ ਦਿੱਤੀ ਜਾਵੇਗੀ। ਕਿਸਾਨ ਆਗੂ ਰਾਮਕਰਨ ਸਿੰਘ ਰਾਮਾ ਤੇ ਜਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਇਸਰਖਾਨਾ ਨੇ ਦੋਸ਼ ਲਗਾਇਆ ਕਿ ਪੰਜਾਬ ਨਾਲ ਵਿਤਕਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰ ਦਿੱਤੀ ਗਈ, ਜਿਸਨੂੰ ਤੁਰਤ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ। ਇਸੇ ਤਰ੍ਹਾਂ ਐੱਮਐੱਸਪੀ ’ਤੇ ਕਮੇਟੀ ਬਣਾਉਣ, ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ, ਕਿਸਾਨਾਂ ਵਿਰੁਧ ਦਰਜ਼ ਕੇਸਾਂ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ ਹੈ। ਇਸ ਮੌਕੇ ਕਿਸਾਨ ਆਗੂ ਤਾਰਾ ਸਿੰਘ, ਬਲਦੇਵ ਸਿੰਘ, ਮਲਕੀਤ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਸਿੰਘ ਤੇ ਹਰਗੋਬਿੰਦ ਸਿੰਘ ਹਾਜ਼ਰ ਸਨ।

ਠੇਕਾ ਮੁਲਾਜਮ ਸੰਘਰਸ਼ ਮੋਰਚਾ ਵਲੋਂ 3 ਅਪ੍ਰੈਲ ਨੂੰ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਨੂੰ ਮੈਮੋਰੰਡਮ ਦੇਣ ਦਾ ਐਲਾਨ

0
ਵੱਖ ਵੱਖ ਸਰਕਾਰੀ ਵਿਭਾਗਾਂ ਦੇ ਹਰ ਕੈਟਾਗਿਰੀਆਂ ਅਧੀਨ ਕੰਮ ਕਰਦੇ ਠੇਕਾ ਕਾਮਿਆਂ ਨੂੰ ਪੱਕਾ ਕੀਤਾ ਜਾਵੇ – ਮੋਰਚਾ ਆਗੂ
ਸੁਖਜਿੰਦਰ ਮਾਨ
ਸੰਗਰੂਰ, 21 ਮਾਰਚ– ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੀ ਸੰਗਰੂਰ ਵਿਖੇ  ਹੋਈ ਸੂਬੀ ਪੱਧਰੀ ਮੀਟਿੰਗ ਵਿੱਚ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅਗਾਮੀ ਤਿੰਨ ਅਪਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਐਲਾਨ  ਕੀਤਾ ਗਿਆ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31), ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ), ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ, ਲੇਬਰ ਯੂਨੀਅਨ (ਰਜਿ.23) ਤੇ ਪਾਵਰਕਾਮ ਐਡ ਟ੍ਰਾਂਸਕੋੰ ਠੇਕਾ ਮੁਲਾਜਮ ਯੂਨੀਅਨ ਪੰਜਾਬ, ਠੇਕਾ ਮੁਲਾਜਮ ਸੰਘਰਸ਼ ਕਮੇਟੀ ਪਾਵਰਕਾਮ ਜੋਨ ਬਠਿੰਡਾ (ਸਰਪਲੱਸ),ਸਾਂਝਾ ਮੰਚ ਥਰਮਲ ਕੰਟਰੈਕਟ ਵਰਕਰ ਯੂਨੀਅਨ, ਆਊਟਸੋਰਸਿੰਗ ਕਰਮਚਾਰੀ ਯੂਨੀਅਨ ਦਫਤਰ ਡੀਸੀ ਬਰਨਾਲਾ, ਵੇਰਕਾ ਮਿਲਕ ਪਲਾਂਟ ਕੰਟਰੈਕਟ ਮੁਲਾਜਮ ਯੂਨੀਅਨ ਪੰਜਾਬ, ਇਲੈਕਟ੍ਰੀਕਲ ਆਊਟ ਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਆਦਿ  ਠੇਕਾ ਕਾਮਿਆਂ ਦੀਆਂ ਯੂਨੀਅਨ ਦੇ ਆਗੂ ਹਾਜਰ ਹੋਏ ਅਤੇ ਮੋਰਚੇ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਸੰਘਰਸ਼ਾਂ ’ਤੇ ਰੀਵਿਉ ਕੀਤਾ ਅਤੇ ਭਵਿੱਖ ਵਿਚ ਵੀ ਸੰਘਰਸ਼ ਸ਼ੁਰੂ ਕਰਨ ਲਈ ਵਿਚਾਰ ਚਰਚਾ ਕੀਤਾ ਗਿਆ। ਮੋਰਚੇ ਦੇ ਸੂਬਾ ਆਗੂਆਂ ਵਰਿੰਦਰ ਸਿੰਘ ਮੋਮੀ, ਸ਼ੇਰ ਸਿੰਘ ਖੰਨਾ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪਨੂੰ, ਮਹਿੰਦਰ ਸਿੰਘ, ਰਮਨਪ੍ਰੀਤ ਕੌਰ ਆਦਿ ਨੇ ਦੱਸਿਆ ਕਿ ਸਮੂਹ ਸਰਕਾਰੀ ਵਿਭਾਗਾਂ ਵਿਚ ਇੰਨਲਿਸਟਮੈਂਟ, ਆਉਟਸੋਰਸਿੰਗ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀ ਆਦਿ ਵੱਖ ਵੱਖ ਕੈਟਾਗਿਰੀਆਂ ਦੇ ਅਧੀਨ ਰੱਖੇ ਠੇਕਾ ਕਾਮੇ ਪਿਛਲੇ ਲੰਮੇ ਸਮੇ ਤੋਂ ਨਿਗੁਣਿਆ ਤਨਖਾਹਾਂ ’ਤੇ ਕੰਮ ਕਰ ਰਹੇ ਹਨ ਅਤੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਇਨ੍ਹਾਂ ਠੇਕਾ ਕਾਮਿਆਂ ਦੇ ਪੱਕੇ ਰੁਜਗਾਰ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪਿਛਲੀ ਸੂਬੇ ਦੀ ਕਾਂਗਰਸ ਸਰਕਾਰ ਨੇ ਆਪਣੇ 5 ਸਾਲਾਂ ਦੇ ਕਾਰਜਕਾਲ ਦੌਰਾਨ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ, ਜਿਸਦੇ ਚਲਦੇ ਕਾਂਗਰਸ ਨੂੰ ਠੇਕਾ ਮੁਲਾਜਮਾਂ ਦੀ ਵਿਰੋਧਤਾ ਦਾ ਖਮਿਆਜਾ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਿਆ ਹੈ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਹਾਲ ਹੀ ਵਿਚ ਪੰਜਾਬ ਦੀ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ  ਚੋਣਾਂ ਵਿਚ ਵਾਅਦਾ ਕੀਤਾ ਸੀ ਕਿ ਆਪ ਦੀ ਸਰਕਾਰ ਬਣਨ ਉਪਰੰਤ ਸਰਕਾਰੀ ਵਿਭਾਗਾਂ ਦੇ ਹਰ ਤਰ੍ਹਾਂ ਦੇ ਠੇਕਾ (ਕੱਚੇ) ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ। ਜਿਸ ’ਤੇ ਹੁਣ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਮੀਟਿੰਗ ਕਰਨ ਉਪਰੰਤ ਫੈਸਲਾ ਕੀਤਾ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਨੂੰ ਵਾਅਦਾ ਯਾਦ ਕਰਵਾਉਣ ਲਈ ਵਰਤਮਾਨ ਪੰਜਾਬ ਸਰਕਾਰ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਪ ਪਾਰਟੀ ਦੇ ਨੁਮਾਇੰਦਿਆਂ ਨੂੰ ਸਾਰੇ ਪੰਜਾਬ ਵਿਚ ‘ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ’ ਦੀ ਅਗੁਵਾਈ ਹੇਠ ਠੇਕਾ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਵੱਡੇ ਇਕੱਠ ਅਤੇ ਮਾਰਚ ਕਰਨ ਉਪਰੰਤ 3 ਅਪ੍ਰੈਲ 2022 ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਦੌਰਾਨ ਪੰਜਾਬ ਸਰਕਾਰ ਪਾਸੋ ਮੰਗ ਕੀਤੀ ਜਾਵੇਗੀ ਕਿ ਵੱਖ ਵੱਖ ਸਰਕਾਰੀ ਵਿਭਾਗਾਂ ’ਚ ਵੱਖ ਵੱਖ ਕੈਟਾਗਿਰੀਆਂ ਜਿਵੇਂ ਕਿ ਇੰਨਲਿਸਟਮੈਂਟ, ਆਉਟਸੋਰਸਿੰਗ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀ ਆਦਿ ਤਹਿਤ ਕੰਮ ਕਰਦੇ ਠੇਕਾ ਕਾਮਿਆਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿਚ ਮਰਜ ਕੇ ਬਿਨਾ ਭੇਦਭਾਵ ਦੇ ਰੈਗੂਲਰ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਨਿਯਮ ਲਾਗੂ ਕੀਤਾ ਜਾਵੇ। ਘੱਟੋ ਘੱਟ ਉਜਰਤ ਦੇ ਪ੍ਰਵਾਨਿਤ ਕਾਨੂੰਨ ਅਨੁਸਾਰ ਠੇਕਾ ਕਾਮਿਆਂ ਦੀ ਤਨਖਾਹ ਨਿਸ਼ਚਿਤ ਕੀਤੀ ਜਾਵੇ। ਕੰਮ ਭਾਰ ਮੁਤਾਬਿਕ ਰੁਜਗਾਰ ਦੇ ਮੌਕੇ ਤਹਿ ਕਰਨ ਦੀ ਨੀਤੀ ਅਨੁਸਾਰ ਸਰਕਾਰੀ ਵਿਭਾਗਾਂ ਵਿਚ ਨਵੇਂ ਰੁਜਗਾਰ ਦੇ ਮੌਕੇ ਤਹਿ ਕੀਤੇ ਜਾਣ। ਛਾਂਟੀ ਕੀਤੇ ਠੇਕਾ ਕਾਮਿਆਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਮਿ੍ਰਤਕ ਠੇਕਾ ਕਾਮਿਆਂ ਦੇ ਵਾਰਸਾਂ ਨੂੰ ਸਰਕਾਰੀ ਨੋਕਰੀ ਦੇਣ, ਆਦਿ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਨੂੰ ਜਲਦੀ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਅਤੇ ਆਪਸੀ ਗੱਲਬਾਤ ਰਾਹੀ ਉਪਰੋਕਤ ਮੰਗਾਂ ਦਾ ਨਿਪਟਾਰਾ ਹੋ ਸਕੇ। ਇਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਮੋਰਚੇ ਵਲੋਂ ਜਿਲ੍ਹਾ ਪੱਧਰੀ ਸਮੂਹ ਠੇਕਾ ਮੁਲਾਜਮਾਂ ਨਾਲ ਤਿਆਰੀ ਲਈ ਮੀਟਿੰਗ ਮਿਤੀ 24 ਮਾਰਚ ਤੋਂ 31 ਮਾਰਚ ਤੱਕ ਕਰਨ ਦਾ ਫੈਸਲਾ ਕੀਤਾ ਗਿਆ।
ਅੰਤ ਵਿਚ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਨੇ ਕਿਹਾ ਕਿ ਵਰਤਮਾਨ ਪੰਜਾਬ ਸਰਕਾਰ ਵਲੋਂ ਜੇਕਰ ਥੋੜੇ ਸਮੇਂ ਦੇ ਅੰਦਰ ਅੰਦਰ ਜੇਕਰ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਸੇਵਾਵਾਂ ਦੇ ਰਹੇ ਠੇਕਾ ਮੁਲਾਜਮ ਮਜਬੂਰ ਹੋ ਕੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰਨਗੇ।

ਕਿਸਾਨ ਅੰਦੋਲਨ ਦੇ ਰਹਿੰਦੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੋਸ਼ ਪ੍ਰਦਰਸ਼ਨ 

0
ਸੁਖਜਿੰਦਰ ਮਾਨ
ਬਠਿੰਡਾ, 21 ਮਾਰਚ: ਅੱਜ ਸੁਯੰਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਿਲ੍ਹਾ ਇਕਾਈ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਮੌਕੇ ਕਿਸਾਨਾਂ ਨਾਲ ਕੀਤੇ ਗਏ ਲਿਖਤੀ ਵਾਅਦਿਆਂ ਨੂੰ ਲਾਗੂ ਕਰਨ ਤੋਂ ਇਨਕਾਰੀ ਕੇਂਦਰੀ ਭਾਜਪਾ ਹਕੂਮਤ ਖਿਲਾਫ ਰੋਸ ਪ੍ਰਦਰਸ਼ਨ ਕਰ ਕੇ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ‘ਤੇ ਮੰਗ ਪੱਤਰ ਦਿੱਤਾ ਗਿਆ।
       ਇਸ ਮੌਕੇ ਜੁੜੇ ਹਜ਼ਾਰਾਂ ਮਰਦ ਔਰਤਾਂ ਦੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ,ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਔਰਤ ਆਗੂ ਮਾਲਣ ਕੌਰ ਕੋਠਾਗੁਰੂ ਨੇ ਮੋਦੀ ਭਾਜਪਾ ਹਕੂਮਤ ਦੁਆਰਾ ਕਿਸਾਨਾਂ ਨਾਲ ਵਾਅਦਾਖਿਲਾਫੀ ਕਰਨ ਬਦਲੇ ਉਸਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਬਿਨਾਂ ਸ਼ੱਕ ਮੁਲਕ ਪੱਧਰੇ ਕਿਸਾਨ ਸੰਘਰਸ਼ ਦੇ ਜਨਤਕ ਦਬਾਅ ਹੇਠ ਖੇਤੀ ਵਿਰੋਧੀ ਕਾਲ਼ੇ ਕਾਨੂੰਨਾਂ ਦੀ ਵਾਪਸੀ ਦੀ ਮੁੱਖ ਮੰਗ ਮੰਨਣ ਲਈ ਤਾਂ ਮੋਦੀ ਸਰਕਾਰ ਨੂੰ ਮਜਬੂਰ ਹੋਣਾ ਪਿਆ। ਪ੍ਰੰਤੂ ਇਸ ਮੌਕੇ 9 ਦਸੰਬਰ ਦੀ ਸਰਕਾਰੀ ਚਿੱਠੀ ਰਾਹੀਂ ਰਹਿੰਦੀਆਂ ਮੰਗਾਂ ਬਾਰੇ ਕੀਤੇ ਗਏ ਲਿਖਤੀ ਵਾਅਦਿਆਂ ਨੂੰ ਲਾਗੂ ਕਰਨ ਬਾਰੇ ਉਸਨੇ ਅਜੇ ਤੱਕ ਵੀ ਮੁਜਰਮਾਨਾ ਚੁੱਪ ਧਾਰ ਰੱਖੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਿਸਾਨ ਵਿਰੋਧੀ ਵਤੀਰੇ ਦਾ ਖਮਿਆਜਾ ਉਸਨੂੰ ਰੋਹ ਭਰਪੂਰ ਕਿਸਾਨ ਸੰਘਰਸ਼ ਦੇ ਰੂਪ ਵਿੱਚ ਭੁਗਤਣਾ ਪਵੇਗਾ।
          ਜਿਲ੍ਹਾ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਨੇ ਕਿਹਾ ਕਿ ਇਨ੍ਹਾਂ ਲਿਖਤੀ ਵਾਅਦਿਆਂ ਵਿੱਚ ਸਾਰੀਆਂ ਫ਼ਸਲਾਂ ਦੇ ਲਾਭਕਾਰੀ ਐੱਮ ਐੱਸ ਪੀ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ C2+50% ਮੁਤਾਬਕ ਮਿਥਣ ਅਤੇ ਪੂਰੀ ਖਰੀਦ ਦੀ ਕਾਨੂੰਨੀ ਗਰੰਟੀ ਕਰਨ ਸਮੇਤ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ ਸਬੰਧੀ ਕਮੇਟੀ ਦਾ ਗਠਨ ਕਰਨਾ; ਲਖੀਮਪੁਰ ਖੀਰੀ (ਯੂ ਪੀ) ਕਾਂਡ ਦੀ ਸਾਜ਼ਿਸ਼ ਰਚ ਕੇ ਗੱਡੀਆਂ ਥੱਲੇ ਕੁਚਲ ਕੇ ਸ਼ਹੀਦ ਅਤੇ ਗੰਭੀਰ ਜ਼ਖ਼ਮੀ ਕੀਤੇ ਕਈ ਕਿਸਾਨਾਂ ਦੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਗ੍ਰਿਫ਼ਤਾਰ ਕਰ ਕੇ ਕੁਰਸੀ ਤੋਂ ਲਾਹੁਣਾ ਅਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣਾ; ਦਿੱਲੀ, ਚੰਡੀਗੜ੍ਹ, ਹਰਿਆਣਾ,ਯੂ ਪੀ ਅਤੇ ਹੋਰ ਕਈ ਰਾਜਾਂ ਵਿੱਚ ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਵਿਰੁੱਧ ਦਰਜ ਕੀਤੇ ਗਏ ਕੇਸ ਰੱਦ ਕਰਨੇ ਅਤੇ ਜੇਲ੍ਹੀਂ ਡੱਕੇ ਕਿਸਾਨ ਤੁਰੰਤ ਰਿਹਾਅ ਕਰਨੇ; ਅੰਦੋਲਨ ਦੌਰਾਨ ਸ਼ਹੀਦ ਹੋਏ ਵੱਖ-ਵੱਖ ਰਾਜਾਂ ਦੇ 700 ਤੋਂ ਵੱਧ ਕਿਸਾਨਾਂ ਮਜ਼ਦੂਰਾਂ ਔਰਤਾਂ ਨੌਜਵਾਨਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ,1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਅਤੇ ਸਾਰੇ ਕਰਜ਼ੇ ਖ਼ਤਮ ਕਰਨੇ; ਬਿਜਲੀ ਬਿੱਲ 2020 ਵਿੱਚ ਕਿਸਾਨਾਂ ਮਜ਼ਦੂਰਾਂ ਦੇ ਪੱਖੀ ਸੋਧਾਂ ਕਰਨੀਆਂ ਸ਼ਾਮਲ ਸਨ। ਇਨ੍ਹਾਂ ਨੂੰ ਇੱਕ ਮਹੀਨੇ ਦੇ ਵਿੱਚ-ਵਿੱਚ ਲਾਗੂ ਕਰਨ ਦਾ ਵਾਅਦਾ ਸੀ। ਪ੍ਰੰਤੂ ਹੁਣ ਤੱਕ ਤਿੰਨ ਮਹੀਨਿਆਂ ਤੋਂ ਵੱਧ ਸਮਾਂ ਬੀਤ ਜਾਣ ‘ਤੇ ਵੀ ਇਹ ਵਾਅਦੇ ਲਾਗੂ ਨਹੀਂ ਕੀਤੇ ਗਏ। ਉਲਟਾ ਪੰਜਾਬ ਹਰਿਆਣਾ ਦੇ ਕਿਸਾਨਾਂ ਅਤੇ ਸਮੂਹ ਕਿਰਤੀ ਲੋਕਾਂ ਉੱਤੇ ਨਵਾਂ ਹਮਲਾ ਵਿੱਢ ਦਿੱਤਾ ਗਿਆ ਹੈ। ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦਾ ਕੰਟਰੋਲ ਇਸ ਦੀ ਸੁਰੱਖਿਆ ਸਮੇਤ ਪੰਜਾਬ ਹਰਿਆਣੇ ਦੇ ਲੋਕਾਂ ਤੋਂ ਖੋਹ ਕੇ ਕੇਂਦਰ ਨੇ ਆਪਣੇ ਹੱਥਾਂ ਵਿੱਚ ਲੈਣ ਦਾ ਫ਼ੈਸਲਾ ਕਰ ਮਾਰਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਇਹ ਫੈਸਲਾ ਵੀ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।
          ਜਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾਗੁਰੂ ਨੇ ਕਿਹਾ ਕਿ ਇਹ ਮੰਗਾਂ ਲਾਗੂ ਨਾ ਕਰਨ ਦੀ ਸੂਰਤ ਵਿੱਚ ਸਰਕਾਰ ਨੂੰ ਦੇਸ਼ ਵਿਆਪੀ ਤਿੱਖੇ ਕਿਸਾਨ ਸੰਘਰਸ਼ ਦਾ ਸਾਹਮਣਾ ਕਰਨ ਦੀ ਚਿਤਾਵਨੀ ਵੀ ਇਨ੍ਹਾਂ ਮੰਗ ਪੱਤਰਾਂ ਵਿੱਚ ਸ਼ਾਮਲ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 28,29 ਮਾਰਚ ਨੂੰ ਦੇਸ਼ ਭਰ ਦੀਆਂ ਟ੍ਰੇਡ ਯੂਨੀਅਨਾਂ ਵੱਲੋਂ ਭਾਜਪਾ ਮੋਦੀ ਸਰਕਾਰ ਦੁਆਰਾ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜ ਪੱਖੀ ਨਿੱਜੀਕਰਨ ਨੀਤੀਆਂ ਮੜ੍ਹੇ ਜਾਣ ਵਿਰੁੱਧ ਦੇਸ਼ ਵਿਆਪੀ ਹੜਤਾਲ ਦਾ ਜਥੇਬੰਦੀ ਵੱਲੋਂ ਡਟਵਾਂ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਨੂੰ ਇਸ ਹੜਤਾਲ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।
     ਬੁਲਾਰਿਆਂ ਨੇ ਕਿਹਾ ਕਿ 23 ਮਾਰਚ ਨੂੰ ਸਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦੇ ਸਹੀਦੀ ਦਿਹਾੜੇ ਮੌਕੇ ਦਾਣਾ ਮੰਡੀ ਤਲਵੰਡੀ ਸਾਬੋ ਵਿਖੇ ਜਿਲ੍ਹਾ ਪੱਧਰੀ ਕਾਨਫਰੰਸ ਕੀਤੀ ਜਾਵੇਗੀ।ਉਹਨਾਂ ਨੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਤੇ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਵਧ-ਚੜ ਕੇ ਸਮੂਲੀਅਤ ਕਰਨ।
    ਅੱਜ ਦੇ ਧਰਨੇ ਦੌਰਾਨ ਅਮਰੀਕ ਸਿੰਘ ਸਿਵੀਆਂ, ਕੁਲਵੰਤ ਰਾਏ ਸ਼ਰਮਾ, ਬਲਜੀਤ ਸਿੰਘ ਪੂਹਲਾ, ਸੁਖਦੇਵ ਸਿੰਘ ਜਵੰਦਾ, ਰਾਜਵਿੰਦਰ ਸਿੰਘ ਰਾਜੂ,ਹੁਸ਼ਿਆਰ ਸਿੰਘ ਚੱਕ ਫਤਹਿ ਸਿੰਘ ਵਾਲਾ,ਗੁਰਤੇਜ ਸਿੰਘ ਗੁਰੂਸਰ ਨੇ ਸੰਬੋਧਨ ਕੀਤਾ।

ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

0
ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਪੀਕਰ ਨੂੰ ਵਧਾਈ ਦਿੰਦਿਆਂ ਵਿਧਾਨ ਸਭਾ ਸੈਸ਼ਨਾਂ ਦੀ ਲਾਈਵ ਸਟ੍ਰੀਮਿੰਗ ਦਾ ਕੀਤਾ ਵਾਅਦਾ
ਸੁਖਜਿੰਦਰ ਮਾਨ
ਚੰਡੀਗੜ੍ਹ, 21 ਮਾਰਚ: ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਸਰਬਸੰਮਤੀ ਨਾਲ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਕਰ ਵਜੋਂ ਉਨ੍ਹਾਂ ਦਾ ਨਾਮ ਸਦਨ ਅੱਗੇ ਰੱਖਿਆ, ਜਿਸਦੀ ਤਾਦੀਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤੀ। ਕੋਈ ਹੋਰ ਨਾਮ ਮੁਕਾਬਲੇ ਵਿੱਚ ਨਾ ਆਉਣ ਦੇ ਚੱਲਦਿਆਂ ਸ.ਸੰਧਵਾਂ ਨੂੰ  ਇਸ ਤੋਂ ਬਾਅਦ ਸਦਨ ਦੇ ਨਿਗਰਾਨ ਦੇ ਅਹੁਦੇ ਲਈ  ਬਿਨਾਂ ਮੁਕਾਬਲਾ ਚੁਣ ਲਿਆ ਗਿਆ।ਨਵੇਂ ਚੁਣੇ ਸਪੀਕਰ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਸਦਨ ਵਿੱਚ ਆਪਣੇ ਪਹਿਲੇ ਭਾਸ਼ਣ ਦੌਰਾਨ ਭਰੋਸਾ ਦਿੱਤਾ ਕਿ ਸਦਨ ਦੀ ਕਾਰਵਾਈ ਦੀ ਲਾਈਵ ਸਟ੍ਰੀਮਿੰਗ ਨੂੰ ਯਕੀਨੀ ਬਣਾਉਣ ਲਈ ਸਾਡੇ ਸਾਰੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਸਦਨ ਦੀ ਕਾਰਵਾਈ ਆਮ ਲੋਕਾਂ ਨੂੰ ਦਿਖਾਈ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਇਸ ਘਰ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਪੱਤਰਕਾਰਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਵਿਰੋਧੀ ਧਿਰ ਪੰਜਾਬ ਵਿਧਾਨ ਸਭਾ ਨੂੰ ਪੂਰੇ ਦੇਸ਼ ਵਿੱਚ ਮਾਡਲ ਹਾਊਸ ਬਣਾਉਣ ਲਈ ਉਸਾਰੂ ਭੂਮਿਕਾ ਨਿਭਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਘਰ ਦੇ ਸਾਰੇ ਮੈਂਬਰ ਇੱਕ ਚਮਕਦਾਰ, ਅਗਾਂਹਵਧੂ ਅਤੇ ਮੋਹਰੀ ਪੰਜਾਬ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸਦਨ ਦੇ ਮੈਂਬਰਾਂ ਦੇ ਤਸੱਲੀਬਖਸ਼ ਹੋਣ ਤੱਕ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਵਿਸਥਾਰਪੂਰਵਕ ਜਵਾਬ ਦੇਵੇਗੀ।ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਬਦਕਿਸਮਤੀ ਨਾਲ ਪਹਿਲਾਂ ਸਾਡੇ ਪੂਰਵਜ ਜਦੋਂ ਕੋਈ ਵੀ ਕਾਰਵਾਈ ਰਿਕਾਰਡ ਕਰ ਰਿਹਾ ਹੁੰਦਾ ਸੀ ਤਾਂ ਵਿਸ਼ੇਸ਼ ਅਧਿਕਾਰ ਪ੍ਰਸਤਾਵ ਦੀ ਵਰਤੋਂ ਕਰਕੇ ਆਪਣੇ ਸਿਆਸੀ ਵਿਰੋਧੀਆਂ ਦਾ ਸ਼ਿਕਾਰ ਕਰਦੇ ਸਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਮੈਂਬਰਾਂ ਦੀ ਆਜ਼ਾਦੀ ਦੇ ਅਧਿਕਾਰ ਦੀ ਸ਼ਰੇਆਮ ਉਲੰਘਣਾ ਹੈ, ਇਸ ਲਈ 'ਆਪ' ਸਰਕਾਰ ਨੇ ਸਿਧਾਂਤਕ ਤੌਰ 'ਤੇ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਹੋਵੇਗਾ ਅਤੇ ਸਦਨ ਦੀ ਸਾਰੀ ਕਾਰਵਾਈ ਪੂਰੀ ਤਰ੍ਹਾਂ ਲੋਕਾਂ ਦੇ ਦਰਸ਼ਨਾਂ ਲਈ ਖੁੱਲੀ ਰਹੇਗੀ।

0
ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਬਿਕਰਮ ਮਜੀਠਿਆ ਦੇ ਨਸ਼ਾ ਤਸਕਰੀ ਦਾ ਮਾਮਲਾ, ਭਗਵੰਤ ਮਾਨ ਨੇ ਸਿੱਟ ਬਦਲੀ

0

ਪੁਰਾਣੇ ਇੰਚਾਰਜ਼ ਨੂੰ ਬਦਲ ਕੇ ਨਵਾਂ ਇਚਾਰਜ਼ ਤੇ ਚਾਰ ਮੈਂਬਰ ਲਗਾਏ
ਸੁਖਜਿੰਦਰ ਮਾਨ
ਚੰਡੀਗੜ੍ਹ, 20 ਮਾਰਚ: ਪਿਛਲੀ ਕਾਂਗਰਸ ਸਰਕਾਰ ਵਲੋਂ ਮੁਹਾਲੀ ਦੇ ਵਿਸੇਸ ਥਾਣੇ ਅੰਦਰ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਮਾਮਲੇ ’ਚ 20 ਦਸੰਬਰ 2021 ਨੂੰ ਦਰਜ਼ ਮੁਕੱਦਮੇ ਵਿਚ ਬੇਸ਼ੱਕ ਸ: ਮਜੀਠਿਆ ਹਾਲੇ ਪਟਿਆਲਾ ਜੇਲ੍ਹ ਅੰਦਰ ਬੰਦ ਹਨ ਪ੍ਰੰਤੂ ਅੱਜ ਸੂਬੇ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਾਮਲੇ ਦੀ ਜਾਂਚ ਲਈ ਪੁਰਾਣੀ ਸਿੱਟ ਦੀ ਥਾਂ ਨਵੀਂ ਸਿੱਟ ਬਣਾ ਦਿੱਤੀ ਹੈ। ਅੱਜ ਜਾਰੀ ਕੀਤੇ ਹੁਕਮਾਂ ਤਹਿਤ ਹੁਣ ਇਸ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ ਜਾਂਚ ਕਰੇਗੀ, ਜਿਸਦੀ ਅਗਵਾਈ ਆਈਜੀ ਗੁਰਸਰਨ ਸਿੰਘ ਸੰਧੂ ਕਰਨਗੇ ਜਦੋਂਕਿ ਚਾਰ ਹੋਰ ਮੈਂਬਰ ਏਆਈਜੀ ਰਾਹੁਲ ਐੱਸ. ਅਤੇ ਰਣਜੀਤ ਸਿੰਘ ਸਹਿਤ ਦੋ ਹੋਰ ਡੀਐੱਸਪੀ ਰੈਂਕ ਦੇ ਅਧਿਕਾਰੀ ਰਘੁਵੀਰ ਸਿੰਘ ਤੇ ਅਮਰਪ੍ਰੀਤ ਸਿੰਘ ਸਾਮਲ ਕੀਤੇ ਗਏ ਹਨ। ਪਹਿਲਾਂ ਇਸ ਮਾਮਲੇ ਦੀ ਜਾਂਚ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਟੀਮ ਵਲੋਂ ਕੀਤੀ ਜਾ ਰਹੀ ਸੀ। ਸਰਕਾਰ ਦੇ ਸੂਤਰਾਂ ਮੁਤਾਬਕ ਨਸ਼ਾ ਤਸਕਰੀ ਦੇ ਕੇਸ ਨੂੰ ਸਿਰੇ ਤੱਕ ਪਹੁੰਚਾਉਣ ਲਈ ਨਵੀਂ ਆਪ ਸਰਕਾਰ ਗੰਭੀਰ ਹੈ ਤੇ ਜਲਦੀ ਹੀ ਵੱਡੇ ਖ਼ੁਲਾਸੇ ਕਰ ਸਕਦੀ ਹੈ।

ਪੰਜਾਬ ਰੋਡਵੇਜ, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ-ਰੇਸਮ ਸਿੰਘ ਗਿੱਲ

0

ਟਰਾਂਸਪੋਰਟ ਵਿਭਾਗ ਕਮਾਈ ਵਾਲਾ ਮਹਿਕਮਾ ਪਰ ਸਰਕਾਰਾਂ ਦੀ ਬੇਰੁਖੀ ਨੇ ਕੀਤਾ ਖਤਮ ਹੋਣ ਕਿਨਾਰੇ-ਕਮਲ ਕੁਮਾਰ
ਸੁਖਜਿੰਦਰ ਮਾਨ
ਸੰਗਰੂਰ, 20 ਮਾਰਚ: ਅੱਜ ਇੱਥੇ ਪੀ ਆਰ ਟੀ ਸੀ ਕਰਮਚਾਰੀ ਯੂਨੀਅਨ ਦੇ ਆਗੂ ਰੇਸਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ 28-29 ਦੀ ਦੇਸ ਵਿਆਪੀ ਹੜਤਾਲ ਵਿੱਚ ਸਮੂਲੀਅਤ ਕਰਨ ’ਤੇ ਸਹਿਮਤੀ ਜਤਾਉਂਦਿਆਂ ਹੋਰਨਾਂ ਮੁਸ਼ਕਿਲਾਂ ’ਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਮੁਲਾਜਮ ਆਗੂ ਰੇਸਮ ਸਿੰਘ ਗਿੱਲ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਅਤੇ ਪੰਜਾਬ ਰੋਡਵੇਜ ਪਨਬੱਸ ਅਤੇ ਪੀ ਆਰ ਟੀ ਸੀ ਵੱਲ ਧਿਆਨ ਨਹੀਂ ਦਿੱਤਾ ਕਿਉਂਕਿ ਮੰਤਰੀਆਂ ਦੀਆਂ ਆਪਣੀਆਂ ਬੱਸਾਂ ਚੱਲਦੀਆਂ ਸਨ ਹੁਣ ਨਵੀਂ ਸਰਕਾਰ ਦੇ ਆਉਣ ਤੇ ਵਰਕਰਾਂ ਵਿੱਚ ਇੱਕ ਆਸ ਜਾਗੀ ਹੈ। ਉਨ੍ਹਾਂ ਕਿਹਾ ਕਿ ਅਫਸਰਸਾਹੀ ਅਤੇ ਮੈਨੇਜਮੈਂਟ ਦੇ ਕੁੱਝ ਹਿੱਸੇ ਵੱਲੋ ਭਿ੍ਰਸਟਾਚਾਰ ਨੂੰ ਹੱਲਾਸੇਰੀ ਦੇਣ ਅਤੇ ਕੁਝ ਡਿੱਪੂਆਂ ਵਿੱਚ ਵਰਕਰਾਂ ਨਾਲ ਹੋ ਰਹੀ ਧੱਕੇਸਾਹੀ ਕਰਕੇ ਤੰਗ ਕਰਨ ਸਮੇਤ ਵਰਕਰਾਂ ਨੂੰ ਬਣਦਾ ਓਵਰ ਟਾਈਮ ਸਹੀ ਤਰੀਕੇ ਨਾਲ ਨਾ ਦੇਕੇ ਸੋਸਣ ਕੀਤਾ ਜਾ ਰਿਹਾ ਹੈ । ਇਸ ਮੌਕੇ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਬੋਲਦਿਆਂ ਕਿਹਾ ਕਿ ਵਿਭਾਗ ਵੱਲੋਂ ਵਰਕਰਾਂ ਨਾਲ ਹੋ ਰਿਹਾ ਧੱਕਾ ਬਿਲਕੁੱਲ ਵੀ ਬਰਦਾਸਤ ਨਹੀਂ ਕੀਤਾ ਜਾਵੇਗੀ। ਸੂਬਾ ਸੈਕਟਰੀ ਬਲਜੀਤ ਸਿੰਘ ਗਿੱਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਵੀ ਹਵਾ ਵਿੱਚ ਬਿਆਨਬਾਜੀ ਕਰਕੇ ਵਿਭਾਗਾਂ ਵਿੱਚ ਪਹਿਲਾਂ ਹੀ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਨਾ ਹੀ ਉਨ੍ਹਾਂ ਨੂੰ ਰੈਗੂਲਰ ਕਰਨ ਸਬੰਧੀ ਨੋਟਿਸ ਲਿਆ ਗਿਆ ਜਿਸ ਦਾ ਵਰਕਰਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਹਰਕੇਸ ਵਿੱਕੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਵਰਕਰਾਂ ਦਾ ਦਿਲ ਜਿੱਤ ਕੇ ਸੱਤਾ ਵਿੱਚ ਆਈ ਹੈ ਪਰ ਕੰਮ ਇਸਦੇ ਉਲਟ ਕਰ ਰਹੀ ਮੌਜੂਦਾ ਠੇਕੇ ਤੇ ਕੰਮ ਕਰ ਰਹੇ ਵਰਕਰਾਂ ਨੂੰ ਪੱਕਾ ਕਰਨ ਦੀ ਬਜਾਏ ਨਵੀਂ ਭਰਤੀ ਕੀਤੀ ਜਾ ਰਹੀ ਹੈ ਜਿਸਦਾ ਕੱਚੇ ਮੁਲਾਜਮਾਂ ਵਲੋ ਡੱਟ ਕੇ ਵਿਰੋਧ ਕੀਤਾ ਜਾਵੇਗਾ। ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਆਉਣ ਵਾਲੀ 28.29 ਮਾਰਚ ਨੂੰ ਕੇਂਦਰ ਸਰਕਾਰ ਵਲੋਂ ਮੁਲਾਜਿਮ ਤੇ ਜਨਤਾ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਭਾਰਤ ਬੰਦ ਦਾ ਸਮਰਥਨ ਕੀਤਾ ਜਾਵੇਗਾ ਤੇ ਪੰਜਾਬ ਸਰਕਾਰ ਵਲੋਂ ਠੇਕੇ ਤੇ ਰੱਖੇ ਹੋਏ ਵਰਕਰਾਂ ਵਾਰੇ ਨਾ ਸੋਚ ਕੇ ਸਗੋਂ ਨਵੀਂ ਭਰਤੀ ਰੈਗੂਲਰ ਕਰਨ ਦਾ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਰੈਗੂਲਰ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਰੋਡਵੇਜ ਪੱਨਬਸ ਤੇ ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵੱਲੋ ਤਿੱਖੇ ਸੰਘਰਸ ਕੀਤੇ ਜਾਣਗੇ ਜਿਸਦੀ ਜਿੰਮੇਵਾਰੀ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।