ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਚੋਣਾਂ ਬਿਨਾਂ ਪੱਖਪਾਤ ਤੋਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਕਰਵਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਪ੍ਰਕਾਰ ਦੀ ਕੋਈ ਗਲਤ ਜਾਣਕਾਰੀ ਜਾਂ ਸੂਚਨਾ ਫੈਲਦੀ ਹੈ ਤਾਂ ਉਸ ਦਾ ਖੰਡਨ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਸਮਾਂ ਸੀਮਾ ਅੰਦਰ ਕੀਤਾ ਜਾਣਾ ਲਾਜ਼ਮੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਜ਼ਿਲ੍ਹੇ ਵਿਚ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੀ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਜੋ ਲੋੜੀਂਦੇ ਕਦਮ ਚੁੱਕੇ ਜਾ ਸਕਣ। ਸਿਬਿਨ ਸੀ ਨੇ ਕਿਹਾ ਕਿ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ ’ਇਸ ਵਾਰ 70 ਪਾਰ’ ਦੇ ਨਾਅਰੇ ਨੂੰ ਅਮਲੀ ਜਾਮਾ ਪਹਿਣਾਉਣ ਲਈ ਸਾਰੇ ਜ਼ਿਲ੍ਹੇ ਉਨ੍ਹਾਂ ਇਲਾਕਿਆਂ ਦੀ ਸ਼ਨਾਖਤ ਕਰਕੇ ਗਤੀਵਿਧੀਆਂ ਵਧਾਉਣ ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਸ਼ਤਾ ਘੱਟ ਰਹੀ ਸੀ।
Big News: ਨਾਇਬ ਸਿੰਘ ਸੈਣੀ ਹੋਣਗੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ
ਇਸਦੇ ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਪ੍ਰਕਿਰਿਆ ਦੌਰਾਨ ਜੇਕਰ ਕੋਈ ਵੀ ਸਿਆਸੀ ਪਾਰਟੀ ਕਿਸੇ ਪ੍ਰਕਾਰ ਦੀ ਇਜਾਜ਼ਤ ਮੰਗਦੀ ਹੈ ਤਾਂ ਉਸ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਾਰੀਆਂ ਸਰਕਾਰੀ ਇਮਾਰਤਾਂ ’ਤੇ ਲੱਗੀਆਂ ਸਿਆਸੀ ਸਖਸ਼ੀਅਤਾਂ ਦੀਆਂ ਤਸਵੀਰਾਂ ਨੂੰ ਹਟਾਉਣ/ਢੱਕਣ ਲਈ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੁਣ ਤੋਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣ। ਮੀਟਿੰਗ ਦੌਰਾਨ ਏਡੀਜੀਪੀ-ਕਮ-ਲੋਕ ਸਭਾ ਚੋਣਾਂ ਦੇ ਨੋਡਲ ਅਧਿਕਾਰੀ ਐਮ.ਐਮ. ਫਾਰੂਕੀ ਨੇ ਚੋਣਾਂ ਦੌਰਾਨ ਸੁਰੱਖਿਆ ਨਾਲ ਜੁੜੇ ਮੁੱਦਿਆਂ ਬਾਬਤ ਵਿਸਥਾਰ ਵਿਚ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨੱਈਅਰ ਤੇ ਅਭਿਜੀਤ ਕਪਲਿਸ਼, ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿਚਲੇ ਹੋਰ ਅਧਿਕਾਰੀ ਤੇ ਪੰਜਾਬ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।
Share the post "ਲੋਕ ਸਭਾ ਚੋਣਾਂ-2024: ਮੁੱਖ ਚੋਣ ਅਧਿਕਾਰੀ ਨੇ ਡੀਸੀਜ਼, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਕੀਤੀ ਮੀਟਿੰਗ"