Chandigarh News: ਜੇਲ੍ਹ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਂਦੇ ਜਾਣ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026 ਤਿਆਰ ਕੀਤਾ ਗਿਆ ਹੈ, ਜੋ ਸੂਬੇ ਦੀ ਮੌਜੂਦਾ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ, ਤਕਨੀਕੀ ਅਤੇ ਮਨੁੱਖੀ ਦਿਸ਼ਾ ਦੇਵੇਗਾ। ਇਹ ਬਿੱਲ ਪੁਰਾਣੇ ਪ੍ਰਿਜ਼ਨ ਐਕਟ, 1894 ਦੀ ਥਾਂ ਲਵੇਗਾ, ਜੋ ਮੁੱਖ ਤੌਰ ‘ਤੇ ਹਿਰਾਸਤ ਅਤੇ ਅਨੁਸ਼ਾਸਨ ਤੱਕ ਸੀਮਿਤ ਸੀ ਅਤੇ ਆਧੁਨਿਕ ਚੁਣੌਤੀਆਂ ਨਾਲ ਪੂਰੀ ਤਰ੍ਹਾਂ ਵਾਬਸਤਾ ਸੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਜੇਲ੍ਹਾਂ, ਐਨਆਰਆਈ ਮਾਮਲੇ ਅਤੇ ਸੰਸਦੀ ਕਾਰਜ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਵਾਂ ਬਿੱਲ ਜੇਲ੍ਹਾਂ ਨੂੰ ਸਿਰਫ ਕੈਦਖਾਨਿਆਂ ਤੋਂ ਬਦਲ ਕੇ ਸੁਧਾਰ, ਪੁਨਰਵਾਸ ਅਤੇ ਸਮਾਜਿਕ ਪੁਨਰ-ਇਕਤੀਕਰਨ ਦੇ ਕੇਂਦਰਾਂ ਵਿੱਚ ਤਬਦੀਲ ਕਰਨ ‘ਤੇ ਕੇਂਦਰਿਤ ਹੈ। ਇਸ ਵਿੱਚ ਬੰਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ, ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨੂੰ ਵਧਾਉਣ ਅਤੇ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਬੰਧ ਕੀਤੇ ਗਏ ਹਨ।
ਤਕਨੀਕ ਦੇ ਇਸਤੇਮਾਲ ‘ਤੇ ਜ਼ੋਰ ਦਿੰਦਿਆਂ ਕੈਬਿਨੇਟ ਮੰਤਰੀ ਨੇ ਕਿਹਾ, “ਬਿੱਲ ਵਿੱਚ ਜੇਲ੍ਹਾਂ ਵਿੱਚ ਆਧੁਨਿਕ ਤਕਨੀਕ ਦਾ ਵਿਆਪਕ ਇਸਤੇਮਾਲ ਯਕੀਨੀ ਬਣਾਇਆ ਗਿਆ ਹੈ, ਜਿਸ ਵਿੱਚ ਈ-ਪ੍ਰਿਜ਼ਨ ਸਿਸਟਮ, ਡਿਜ਼ਿਟਲ ਰਿਕਾਰਡ ਪ੍ਰਬੰਧਨ, ਬਾਇਓਮੈਟਰਿਕ ਪਹਿਚਾਣ, ਵੀਡੀਓ ਕਾਨਫਰੰਸਿੰਗ, ਏ.ਆਈ. ਆਧਾਰਿਤ ਸੀਸੀਟੀਵੀ ਨਿਗਰਾਨੀ, ਆਰ.ਐਫ.ਆਈ.ਡੀ. ਟ੍ਰੈਕਿੰਗ ਅਤੇ ਐਂਟੀ-ਡ੍ਰੋਨ ਸਿਸਟਮ ਸ਼ਾਮਲ ਹਨ, ਜੋ ਜੇਲ੍ਹ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕਾਰਗੁਜ਼ਾਰੀ ਨੂੰ ਕਾਫੀ ਵਧਾਉਣਗੇ।” ਸੁਰੱਖਿਆ ਵਿੱਚ ਸੁਧਾਰਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਉੱਚ-ਖਤਰੇ ਵਾਲੇ ਕੈਦੀਆਂ ਲਈ ਹਾਈ-ਸਿਕਿਊਰਟੀ ਜ਼ੋਨ ਬਣਾਏ ਜਾਣਗੇ, ਤਾਂ ਜੋ ਹੋਰ ਕੈਦੀਆਂ ‘ਤੇ ਨਕਾਰਾਤਮਕ ਪ੍ਰਭਾਵ ਨਾ ਪਵੇ। ਇਸ ਦੇ ਨਾਲ ਹੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰਿਸਰਚ, ਐਨਾਲਿਸਿਸ ਅਤੇ ਇੰਟੈਲੀਜੈਂਸ (ਆਰ.ਏ.ਆਈ.) ਵਿੰਗ ਸਥਾਪਿਤ ਕੀਤਾ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “ਬਿੱਲ ਵਿੱਚ ਉਮਰ, ਲਿੰਗ, ਅਪਰਾਧਿਕ ਪਿਛੋਕੜ, ਸਿਹਤ ਅਤੇ ਵਿਵਹਾਰ ਦੇ ਆਧਾਰ ‘ਤੇ ਬੰਦੀਆਂ ਦੀ ਵਿਗਿਆਨਕ ਵਰਗੀਕਰਨ ਦੀ ਵਿਵਸਥਾ ਹੈ। ਇਸ ਦੇ ਨਾਲ ਹੀ ਮਹਿਲਾਵਾਂ, ਟ੍ਰਾਂਸਜੈਂਡਰ ਵਿਅਕਤੀਆਂ, ਬਜ਼ੁਰਗ ਅਤੇ ਬਿਮਾਰ ਕੈਦੀਆਂ ਲਈ ਵੱਖਰੀ ਰਹਾਇਸ਼, ਮਹਿਲਾ ਸਟਾਫ ਦੀ ਤਾਇਨਾਤੀ ਅਤੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਲਈ ਯੋਗ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।”
ਸਿਹਤ ਅਤੇ ਹੁਨਰ ਵਿਕਾਸ ‘ਤੇ ਜ਼ੋਰ ਦਿੰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, “ਹਰ ਜੇਲ੍ਹ ਵਿੱਚ ਮੈਡੀਕਲ ਸੁਵਿਧਾਵਾਂ, ਨਿਯਮਿਤ ਸਿਹਤ ਜਾਂਚ, ਟੀਬੀ, ਐਚਆਈਵੀ ਅਤੇ ਨਸ਼ੇ ਨਾਲ ਸੰਬੰਧਿਤ ਬਿਮਾਰੀਆਂ ਦੀ ਸਕ੍ਰੀਨਿੰਗ, ਡੀ-ਐਡਿਕਸ਼ਨ ਕੇਂਦਰ ਅਤੇ ਮਾਨਸਿਕ ਸਿਹਤ ‘ਤੇ ਖਾਸ ਧਿਆਨ ਦਿੱਤਾ ਜਾਵੇਗਾ। ਸਿੱਖਿਆ ਅਤੇ ਹੁਨਰ ਵਿਕਾਸ ਨੂੰ ਵੀ ਤਰਜੀਹ ਦਿੱਤੀ ਗਈ ਹੈ, ਜਿਸ ਤਹਿਤ ਕੈਦੀਆਂ ਨੂੰ ਸਿੱਖਿਆ, ਲਾਇਬ੍ਰੇਰੀ ਅਤੇ ਵੋਕੇਸ਼ਨਲ ਟ੍ਰੇਨਿੰਗ ਦੀ ਸਹੂਲਤ ਮਿਲੇਗੀ, ਤਾਂ ਜੋ ਉਹ ਸਮਾਜ ਵਿੱਚ ਵਾਪਸੀ ਲਈ ਤਿਆਰ ਹੋ ਸਕਣ। ਜੇਲ੍ਹ ਉਦਯੋਗ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਅਤੇ ਹੁਨਰ ਦੇ ਆਧਾਰ ‘ਤੇ ਮਜ਼ਦੂਰੀ ਦਿੱਤੀ ਜਾਵੇਗੀ।” ਉਨ੍ਹਾਂ ਕਿਹਾ, “ਜੇਲ੍ਹਾਂ ਅੰਦਰ ਅਪਰਾਧਾਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਭੱਜਣ ਦੀ ਕੋਸ਼ਿਸ਼, ਅਧਿਕਾਰੀਆਂ ਨੂੰ ਧਮਕਾਉਣਾ ਜਾਂ ਮਨਾਹੀਸ਼ੁਦਾ ਸਮਾਨ ਦੀ ਸਮੱਗਲਿੰਗ ਨੂੰ ਗੰਭੀਰ ਅਪਰਾਧ ਮੰਨਿਆ ਜਾਵੇਗਾ। ਬਿੱਲ ਵਿੱਚ ਖੁੱਲ੍ਹੀਆਂ ਅਤੇ ਅੱਧ-ਖੁੱਲ੍ਹੀਆਂ ਜੇਲ੍ਹਾਂ ਦੀ ਸਥਾਪਨਾ ਦਾ ਪ੍ਰਸਤਾਵ ਹੈ, ਤਾਂ ਜੋ ਯੋਗ ਬੰਦੀਆਂ ਨੂੰ ਹੌਲੀ-ਹੌਲੀ ਸਮਾਜ ਵਿੱਚ ਦੁਬਾਰਾ ਸ਼ਾਮਲ ਕੀਤਾ ਜਾ ਸਕੇ। ਇਸ ਨਾਲ ਹੀ ਰਿਹਾਈ ਤੋਂ ਬਾਅਦ ਪੁਨਰਵਾਸ ਅਤੇ ਆਫਟਰਕੇਅਰ ਸੇਵਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।” ਬਿਲ ਬਾਰੇ ਦੱਸਦਿਆਂ ਡਾ. ਰਵਜੋਤ ਸਿੰਘ ਨੇ ਕਿਹਾ, “ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026 ਇੱਕ ਵਿਸਤ੍ਰਿਤ ਸੁਧਾਰਕ ਕਦਮ ਹੈ, ਜੋ ਸੁਰੱਖਿਆ, ਤਕਨੀਕ ਅਤੇ ਮਨੁੱਖੀ ਅਧਿਕਾਰਾਂ ਵਿੱਚ ਸੰਤੁਲਨ ਬਣਾਉਂਦਾ ਹੋਇਆ ਜੇਲ੍ਹਾਂ ਨੂੰ ਆਧੁਨਿਕ ਸੁਧਾਰ ਘਰਾਂ ਵਿੱਚ ਤਬਦੀਲ ਕਰਨ ਵੱਲ ਮਜ਼ਬੂਤ ਕਦਮ ਹੈ।”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




