👉ਸਿਰਫ ਚਾਰ ਸਾਲਾਂ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ, 65000 ਸਰਕਾਰੀ ਨੌਕਰੀਆਂ ਦਿੱਤੀਆਂ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ, 10 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਅਤੇ ਮਹਿਲਾਵਾਂ ਲਈ 1000-1500 ਦੀ ਸਨਮਾਨ ਰਾਸ਼ੀ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Amritsar News: CM Bhagwant Mann ਸ਼ੁਕਰਾਨਾ ਯਾਤਰਾ ; ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਮੁਫ਼ਤ ਬਿਜਲੀ, 65,000 ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਕੇਂਦਰ ਵਿੱਚ ਬੈਠੀ ਭਾਜਪਾ ਵਾਰ-ਵਾਰ ਪੰਜਾਬ ਵਿਰੋਧੀ ਫੈਸਲੈ ਕੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ। ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਣ ‘ਤੇ ਭਾਜਪਾ ਉੱਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ ਨਹੀਂ ਕਰੇਗਾ, ਜਿਨ੍ਹਾਂ ਨੇ ਅੰਨਦਾਤੇ ਦੀ ਆਵਾਜ਼ ਨੂੰ ਕੁਚਲਿਆ ਅਤੇ ਸੂਬੇ ਦੇ ਅਧਿਕਾਰਾਂ, ਵਸੀਲਿਆਂ ਅਤੇ ਪਛਾਣ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ 👉Jalandhar News: ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ
“ਸ਼ੁਕਰਾਨਾ ਯਾਤਰਾ” ਦੇ ਦੂਜੇ ਦਿਨ ਰਈਆ ਅਤੇ ਹੋਰ ਥਾਵਾਂ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਕਈ ਵਾਰ ਪ੍ਰਗਟਾਵਾ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਈਆਂ, ਪੰਜਾਬ ਦੀਆਂ ਝਾਕੀਆਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਹੋਈਆਂ, ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀਆਂ ਨੂੰ ਧੱਕੇ ਨਾਲ ਹਰਿਆਣਾ ਨੂੰ ਦੇਣ ਦੀਆਂ ਕੋਸ਼ਿਸ਼ਾਂ, ਪੰਜਾਬ ਯੂਨੀਵਰਸਿਟੀ ਨੂੰ ਖੋਹਣ ਦੀ ਸਾਜ਼ਿਸ਼, ਚੰਡੀਗੜ੍ਹ ‘ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਅਤੇ ਆਮ ਆਦਮੀ ਕਲੀਨਿਕਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨਫ਼ਰਤ ਅਤੇ ਫੁੱਟ ਪਾਊ ਰਾਜਨੀਤੀ ‘ਤੇ ਚਲਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਕੋਈ ਵੀ ਨਵਾਂ ਗਠਜੋੜ ਇੱਕ ਵਾਰ ਫਿਰ ਸਾਬਤ ਕਰੇਗਾ ਕਿ ਦੋਵੇਂ ਪਾਰਟੀਆਂ “ਇੱਕੋ ਸਿੱਕੇ ਦੇ ਦੋ ਪਾਸੇ” ਹਨ। ਉਨ੍ਹਾਂ ਨੇ ਸੁਚੇਤ ਕੀਤਾ ਕਿ ਜੇਕਰ ਅਜਿਹਾ ਗਠਜੋੜ ਦੁਬਾਰਾ ਬਣ ਜਾਂਦਾ ਹੈ ਤਾਂ ਪੰਜਾਬ ਲਈ ਘਾਤਕ ਹੋਵੇਗਾ ਕਿਉਂਕਿ ਇਹ ਗਠਜੋੜ ਪੰਜਾਬੀਆਂ ਦੀ ਭਲਾਈ ਦੀ ਬਜਾਏ ਸਿਰਫ਼ ਰਾਜਨੀਤਿਕ ਬਚਾਅ ਅਤੇ ਸਵੈ-ਹਿੱਤ ਦੁਆਰਾ ਚਲਾਇਆ ਜਾਂਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ,”ਇਹ ਅਪਵਿੱਤਰ ਗਠਜੋੜ ਪੰਜਾਬ ਵਿਰੋਧੀ ਹੈ ਅਤੇ ਦੋਵੇਂ ਪਾਰਟੀਆਂ ਅੰਤ ਵਿੱਚ ਇੱਕ-ਦੂਜੇ ਨੂੰ ਰਾਜਨੀਤਿਕ ਤੌਰ ‘ਤੇ ਤਬਾਹ ਕਰ ਦੇਣਗੀਆਂ,”
ਇਹ ਵੀ ਪੜ੍ਹੋ 👉ਈ-ਸੇਵਾ ਪੋਰਟਲ ‘ਤੇ ਦਰਖਾਸਤਾਂ ਦੇ ਨਿਪਟਾਰੇ ਵਿੱਚ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਦੂਜੇ ਸਥਾਨ ਉੱਤੇ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਘੱਟੋ-ਘੱਟ 10 ਸਾਲ ਦੀ ਕੈਦ ਦੀ ਸਜ਼ਾ ਹੋਵੇਗੀ ਜੋ ਉਮਰ ਕੈਦ ਤੱਕ ਵਧ ਸਕਦੀ ਹੈ ਅਤੇ ਨਾਲ ਹੀ 50 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਪਿਛਲੀਆਂ ਸਰਕਾਰਾਂ ਪਹਿਲਾਂ ਏਨਾ ਸਖ਼ਤ ਕਾਨੂੰਨ ਕਿਉਂ ਨਹੀਂ ਬਣਾ ਸਕੀਆਂ ਕਿਉਂਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਮੁੱਖ ਮੰਤਰੀ ਨੇ ਕਿਹਾ, “ਇਹ ਸਰਕਾਰਾਂ ਖੁਦ ਬੇਅਦਬੀ ਦੀਆਂ ਘਟਨਾਵਾਂ ਦੀਆਂ ਗੁਨਾਹਗਾਰ ਹਨ ਅਤੇ ਇੱਥੋਂ ਤੱਕ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸ਼ਰਧਾਲੂਆਂ ‘ਤੇ ਗੋਲੀ ਚਲਾਉਣ ਦਾ ਹੁਕਮ ਵੀ ਦਿੱਤਾ।” ਉਨ੍ਹਾਂ ਕਿਹਾ ਕਿ ਗੋਲੀਬਾਰੀ ਲਈ ਜ਼ਿੰਮੇਵਾਰ ਅਫਸਰਾਂ ਨੂੰ ਬਾਅਦ ਵਿੱਚ ਇਨਾਮ ਅਤੇ ਤਰੱਕੀ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਬਾਦਲ ਪਰਿਵਾਰ ਅੱਜ ਸਿਆਸੀ ਤੌਰ ‘ਤੇ ਖੇਰੂੰ-ਖੇਰੂੰ ਹੋ ਚੁੱਕੇ ਹਨ ਕਿਉਂਕਿ “ਪ੍ਰਮਾਤਮਾ ਦੀ ਕਚਹਿਰੀ ਵਿੱਚ ਇਨਸਾਫ ਹੁੰਦਾ ਹੈ।” ਲੋਕਾਂ ਦੇ ਨਿਰੰਤਰ ਪਿਆਰ ਤੇ ਸਮਰਥਨ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਦੇ ਸ਼ੱਕੀ ਸਿਆਸੀ ਕਿਰਦਾਰ ਕਾਰਨ ਇਨ੍ਹਾਂ ਉਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਅਕਾਲੀਆਂ ‘ਤੇ ਧਰਮ ਅਤੇ ਧਾਰਮਿਕ ਸੰਸਥਾਵਾਂ ਨੂੰ ਸਿਆਸੀ ਲਾਭ ਲਈ ਕੰਟਰੋਲ ਕਰਨ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰ ਸਿੱਧੇ ਤੌਰ ‘ਤੇ ਬਾਦਲ ਪਰਿਵਾਰ ਦੇ ਇਸ਼ਾਰੇ ‘ਤੇ ਨਿਯੁਕਤ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ 👉Bathinda News: ਸਰਾਫਾ ਕਾਰੋਬਾਰੀਆਂ ‘ਤੇ ਜੀਐਸਟੀ ਵਿਭਾਗ ਦੀ ਛਾਪੇਮਾਰੀ ‘ਤੇ ਭੜਕੀ ਭਾਜਪਾ
ਧਾਰਮਿਕ ਸੰਸਥਾਵਾਂ ਦੇ ਕੰਮਕਾਜ ‘ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ 14 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ। ਉਨ੍ਹਾਂ ਪੁੱਛਿਆ ਕਿ ਲੰਮੇ ਸਮੇਂ ਤੋਂ ਚੋਣਾਂ ਨਾ ਹੋਣ ਕਾਰਨ ਅਜਿਹੇ ਅਦਾਰੇ ਸੰਵਿਧਾਨਕ ਸੰਸਥਾ ਹੋਣ ਦਾ ਦਾਅਵਾ ਕਿਵੇਂ ਜਾਰੀ ਰੱਖ ਸਕਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਆਪ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਪਾਹੀ ਕਹਿਣਾ ਚਾਹੀਦਾ ਹੈ, ਪਰ ਉਹ ਆਪਣੇ ਆਪ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਬਾਦਲ ਪਰਿਵਾਰ ਹੀ ਬੇਅਦਬੀ ਵਿਰੋਧੀ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ ਜਦੋਂ ਕਿ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਇਸ ਨੂੰ ਪੂਰੇ ਦਿਲ ਨਾਲ ਸਵੀਕਾਰ ਕੀਤਾ ਅਤੇ ਸਮਰਥਨ ਦਿੱਤਾ ਸੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਦੇ ਵਿਧਾਇਕ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਗੈਰ-ਹਾਜ਼ਰ ਰਹਿਣ ‘ਤੇ ਵੀ ਨਿਸ਼ਾਨਾ ਬਣਾਇਆ ਜਿਸ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਬਹਿਸ ਤੋਂ ਇਸ ਕਰਕੇ ਭੱਜ ਗਏ ਕਿਉਂਕਿ ਉਨ੍ਹਾਂ ਦੇ ਆਪਣੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ, “ਇਸ ਸਖ਼ਤ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਕੋਈ ਵੀ ਬੇਅਦਬੀ ਕਰਨ ਦੀ ਜੁਅੱਰਤ ਨਹੀਂ ਕਰੇਗਾ।” ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੰ ਇਹ ਪਵਿੱਤਰ ਸੇਵਾ ਸੌਂਪੀ ਹੈ।
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਰੀ ਮਨੁੱਖਤਾ ਦੇ ਸਾਂਝੇ ਹਨ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਪ੍ਰਤੀਕ ਹਨ।ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖਤਾ ਅਤੇ ਵਿਸ਼ਵ ਭਲਾਈ ਦਾ ਸੰਦੇਸ਼ ਫੈਲਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੁਹਰਾਇਆ ਕਿ ਬੇਅਦਬੀ ਦੀ ਸਜ਼ਾ ਘੱਟੋ-ਘੱਟ 10 ਸਾਲ ਦੀ ਕੈਦ ਤੋਂ ਲੈ ਕੇ ਉਮਰ ਕੈਦ ਤੱਕ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਹੋਵੇਗੀ।
ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸਾਲ 2022 ਵਿੱਚ ਲੋਕਾਂ ਦੁਆਰਾ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਇਲਾਜ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਵਿਸ਼ਵ ਪੱਧਰੀ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ ਅਤੇ ਹਰ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਪ੍ਰਾਪਤ ਕਰ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦੋਂ ਕਿ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਨਹਿਰਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਰ ਖੇਤ ਤੱਕ ਪਾਣੀ ਪਹੁੰਚ ਸਕੇ।
ਇਹ ਵੀ ਪੜ੍ਹੋ 👉CM ਮਾਨ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ
ਅੰਮ੍ਰਿਤਸਰ ਦੱਖਣੀ ਅਤੇ ਪੂਰਬੀ ਹਲਕਿਆਂ ਵਿੱਚ ਮੁੱਖ ਮੰਤਰੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਸਮਾਜ ਵਿੱਚ ਨਫ਼ਰਤ ਦੇ ਬੀਜ ਬੀਜਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਕਦੇ ਵੀ ਸਫਲ ਨਹੀਂ ਹੋਣਗੀਆਂ। ਉਨ੍ਹਾਂ ਕਿਹਾ, “ਪੰਜਾਬ ਦੀ ਧਰਤੀ ਉਪਜਾਊ ਹੈ, ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਨਹੀਂ ਪੁੰਗਰ ਸਕਦਾ।” ਉਨ੍ਹਾਂ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਲੋਕਾਂ ਵਿੱਚ ਡਰ ਅਤੇ ਭੈਅ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਫੁੱਟ ਪਾਊ ਰਾਜਨੀਤੀ ਨਾਲ ਇਸ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ। “ਸ਼ੁਕਰਾਨਾ ਯਾਤਰਾ” ਨੂੰ ਅਧਿਆਤਮਕ ਯਾਤਰਾ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿੱਚ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦਾ ਬਲ ਬਖਸ਼ਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਯਾਤਰਾ ਦਾ ਕੋਈ ਰਾਜਨੀਤਿਕ ਸਬੰਧ ਨਹੀਂ ਹੈ ਅਤੇ ਇਸ ਦਾ ਉਦੇਸ਼ ਸਿਰਫ਼ ਗੁਰੂ ਸਾਹਿਬ ਜੀ ਦਾ ਸ਼ੁਕਰਗੁਜ਼ਾਰ ਕਰਨਾ ਸੀ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸਖ਼ਤ ਕਾਨੂੰਨ ਲਿਆਉਣ ਦਾ ਮੌਕਾ ਬਖਸ਼ਿਆ। ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਭਰ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰਦੀ ਰਹੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




